ਪੰਜਾਬ ਪੁਲੀਸ ਨੇ ਆਈ. ਐਸ. ਆਈ. ਦੀ ਹਮਾਇਤ ਪ੍ਰਾਪਤ ਡਰੋਨ ਅਧਾਰਤ ਕੇ.ਟੀ.ਐਫ. ਅੱਤਵਾਦੀ ਮਾਡਿਊਲ ਦੇ ਇੱਕ ਹੋਰ ਆਪਰੇਟਿਵ ਨੂੰ ਕੀਤਾ ਕਾਬੂ

ਚੰਡੀਗੜ, 4 ਅਕਤੂਬਰ (ਸ.ਬ.) ਪੰਜਾਬ ਪੁਲਿਸ ਨੇ ਪਾਕਿਸਤਾਨੀ ਖੁਫੀਆ ਏਜੰਸੀ ਇੰਟਰ-ਸਰਵਿਸਿਜ਼ ਇੰਟੈਲੀਜੈਂਸ (ਆਈ.ਐਸ.ਆਈ.) ਦੀ ਹਮਾਇਤ ਪ੍ਰਾਪਤ ਡਰੋਨ ਆਧਾਰਿਤ ਖਾਲਿਸਤਾਨ ਟਾਈਗਰ ਫੋਰਸ (ਕੇ.ਟੀ.ਐਫ.) ਅੱਤਵਾਦੀ ਮਾਡਿਊਲ ਦੇ ਇੱਕ ਹੋਰ ਆਪਰੇਟਿਵ ਨੂੰ ਗ੍ਰਿਫਤਾਰ ਕੀਤਾ ਹੈ।

ਇਸ ਜਾਣਕਾਰੀ ਦਿੰਦਿਆਂ ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਦੋਸ਼ੀ ਦੀ ਕਾਰ ਵਿੱਚੋਂ ਪੁਲਿਸ ਨੇ ਤਿੰਨ ਹੈਂਡ ਗਰਨੇਡ ਅਤੇ ਹਥਿਆਰ ਬਰਾਮਦ ਕੀਤੇ ਹਨ। ਉਹਨਾਂ ਦੱਸਿਆ ਕਿ ਇਹ ਅੱਤਵਾਦੀ ਮਾਡਿਊਲ ਕੈਨੇਡਾ-ਅਧਾਰਤ ਅੱਤਵਾਦੀ/ਗੈਂਗਸਟਰ ਅਰਸ਼ਦੀਪ ਸਿੰਘ ਉਰਫ ਅਰਸ਼ ਡਾਲਾ ਵਲੋ ਚਲਾਇਆ ਜਾ ਰਿਹਾ ਹੈ, ਜੋ ਕੇ.ਟੀ.ਐਫ. ਦੇ ਕੈਨੇਡਾ ਸਥਿਤ ਮੁਖੀ ਹਰਦੀਪ ਸਿੰਘ ਨਿੱਝਰ ਦਾ ਨਜਦੀਕੀ ਸਾਥੀ ਹੈ। ਗਿਰਫ਼ਤਾਰ ਕੀਤੇ ਗਏ ਮੁਲਜਮ ਦੀ ਪਛਾਣ ਹਰਪ੍ਰੀਤ ਸਿੰਘ ਉਰਫ ਹੀਰਾ ਵਾਸੀ ਜੁਝਾਰ ਨਗਰ ਬਠਿੰਡਾ ਵਜੋਂ ਹੋਈ ਹੈ। ਪੁਲਿਸ ਨੇ ਤਿੰਨ ਹੈਂਡ ਗਰਨੇਡਾਂ ਤੋਂ ਇਲਾਵਾ.30 ਬੋਰ ਅਤੇ 9 ਐਮਐਮ ਬਰੇਟਾ ਦੇ 2 ਪਿਸਤੌਲ ਸਮੇਤ 60 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।

ਉਹਨਾਂ ਦੱਸਿਆ ਕਿ ਇਹ ਕਾਰਵਾਈ ਚਮਕੌਰ ਸਾਹਿਬ ਇਲਾਕੇ ਤੋਂ ਇਸੇ ਮੋਡਿਊਲ ਦੇ ਦੋ ਕਾਰਕੁਨਾਂ ਵੀਜਾ ਸਿੰਘ ਉਰਫ ਗਗਨ ਉਰਫ ਗੱਗੂ ਅਤੇ ਰਣਜੋਧ ਸਿੰਘ ਉਰਫ ਜੋਤੀ ਦੀ ਗ੍ਰਿਫਤਾਰੀ ਤੋਂ ਦੋ ਦਿਨ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ। ਇਸ ਤੋਂ ਪਹਿਲਾਂ ਫਿਰੋਜ਼ਪੁਰ ਪੁਲਿਸ ਨੇ ਫਿਰੋਜ਼ਪੁਰ ਦੇ ਪਿੰਡ ਆਰਿਫਕੇ ਵਿੱਚ ਝੋਨੇ ਦੇ ਖੇਤਾਂ ਵਿੱਚੋਂ ਇੱਕ ਅਤਿ ਆਧੁਨਿਕ ਏਕੇ-47 ਅਸਾਲਟ ਰਾਈਫਲ ਸਮੇਤ ਦੋ ਮੈਗਜੀਨਾਂ ਅਤੇ 60 ਜਿੰਦਾ ਕਾਰਤੂਸ ਬਰਾਮਦ ਕੀਤੇ ਸਨ, ਜਿਨਾਂ ਨੂੰ ਵੀਜਾ ਸਿੰਘ ਅਤੇ ਰਣਜੋਧ ਸਿੰਘ ਨੇ ਪ੍ਰਾਪਤ ਕਰਨਾ ਸੀ।

ਡੀਜੀਪੀ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮ ਹਰਪ੍ਰੀਤ ਨੇ ਕਬੂਲਿਆ ਕਿ ਉਹ ਅਰਸ਼ ਡਾਲਾ ਦੇ ਨਜ਼ਦੀਕੀ ਸਾਥੀ ਅਮਨਦੀਪ ਸਿੰਘ ਉਰਫ ਬੱਬੂ, ਜੋ ਕਿ ਇਸ ਵੇਲੇ ਹੁਸ਼ਿਆਰਪੁਰ ਜੇਲ ਵਿੱਚ ਬੰਦ ਹੈ, ਦੇ ਇਸ਼ਾਰੇ ਤੇ ਅੰਮ੍ਰਿਤਸਰ ਵਿਖੇ ਹੈਂਡ ਗ੍ਰਨੇਡ ਅਤੇ ਹਥਿਆਰਾਂ ਦੀ ਖੇਪ ਪਹੁੰਚਾਉਣ ਜਾ ਰਿਹਾ ਸੀ।