ਭੋਗਪੁਰ ਦੇ ਸੁੰਦਰੀਕਰਨ ਅਤੇ ਵਿਕਾਸ ਲਈ 151.83 ਲੱਖ ਰੁਪਏ ਖਰਚ ਕਰੇਗੀ ਸਰਕਾਰ

ਚੰਡੀਗੜ੍ਹ, 4 ਅਕਤੂਬਰ (ਸ.ਬ.) ਪੰਜਾਬ ਸਰਕਾਰ ਨੇ ਭੋਗਪੁਰ ਦੇ ਸੁੰਦਰੀਕਰਨ ਅਤੇ ਵਿਕਾਸ ਲਈ 151.83 ਲੱਖ ਰੁਪਏ ਖਰਚਣ ਦਾ ਫੈਸਲਾ ਕੀਤਾ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਸੂਬਾ ਵਿਭਾਗ ਨੇ ਇਸ ਸਬੰਧੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ। ਉਹਨਾਂ ਦੱਸਿਆ ਕਿ ਇਸ ਰਕਮ ਨਾਲ ਭੋਗਪੁਰ ਦੇ ਵੱਖ-ਵੱਖ ਵਾਰਡਾਂ ਵਿੱਚ ਗਲੀਆਂ ਅਤੇ ਨਾਲੀਆਂ ਦੀ ਉਸਾਰੀ ਕੀਤੀ ਜਾਵੇਗੀ। ਇਸਦੇ ਨਾਲ ਹੀ ਕਈ ਥਾਵਾਂ ਤੇ ਗਲੀਆਂ ਅਤੇ ਨਾਲੀਆਂ ਦੀ ਵੀ ਮੁਰੰਮਤ ਕੀਤੀ ਜਾਵੇਗੀ।

ਇਸੇ ਤਰ੍ਹਾਂ ਡੰਪ ਸਾਈਟਾਂ ਤੋਂ ਕੂੜਾ ਚੁੱਕਣ ਲਈ ਡਰਾਈਵਰਾਂ ਦੀਆਂ ਸੇਵਾਵਾਂ ਲਈਆਂ ਜਾਣਗੀਆਂ, ਤਾਂ ਜੋ ਵਾਤਾਵਰਣ ਨੂੰ ਸਾਫ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਬਣਾਇਆ ਜਾ ਸਕੇ। ਇਸ ਤੋਂ ਇਲਾਵਾ ਹੋਰ ਅਸਾਮੀਆਂ ਦੀਆਂ ਸੇਵਾਵਾਂ ਵੀ ਲਈਆਂ ਜਾਣਗੀਆਂ ਤਾਂ ਜੋ ਸਾਫ ਸਫਾਈ ਅਤੇ ਹੋਰ ਕੰਮਾਂ ਨੂੰ ਸਹੀ ਢੰਗ ਨਾਲ ਨਿਪਟਾਇਆ ਜਾ ਸਕੇ। ਉਹਨਾਂ ਕਿਹਾ ਕਿ ਸਾਰੇ ਟਿਊਬਵੈੱਲਾਂ ਦੇ ਰੱਖ-ਰਖਾਅ ਦਾ ਕੰਮ ਵੀ ਕੀਤਾ ਜਾਵੇਗਾ ਤਾਂ ਜੋ ਭੋਗਪੁਰ ਵਾਸੀਆਂ ਨੂੰ ਪਾਣੀ ਦੀ ਬਿਹਤਰ ਸਹੂਲਤ ਮੁਹੱਈਆ ਕਰਵਾਈ ਜਾ ਸਕੇ।