ਸ਼ੰਭੂ ਬਾਰਡਰ ਤੇ ਕਿਸਾਨਾਂ ਵਲੋਂ ਰੇਲਵੇ ਟਰੈਕ ਜਾਮ, ਰੇਲ ਆਵਾਜਾਈ ਹੋਈ ਪ੍ਰਭਾਵਿਤ

ਚੰਡੀਗੜ੍ਹ, 17 ਅਪ੍ਰੈਲ (ਸ.ਬ.) ਪੰਜਾਬ ਹਰਿਆਣਾ ਦੇ ਸ਼ੰਭੂ ਬਾਰਡਰ ਤੇ ਅੰਦੋਲਨ ਕਰ ਰਹੇ ਕਿਸਾਨਾਂ ਨੇ ਅੱਜ ਪਹਿਲਾਂ ਐਲਾਨੇ ਪ੍ਰੋਗਰਾਮ ਅਨੁਸਾਰ ਸ਼ੰਭੂ ਰੇਲਵੇ ਸਟੇਸ਼ਨ ਤੇ ਰੇਲਵੇ ਟ੍ਰੈਕ ਜਾਮ ਕਰ ਦਿੱਤਾ। ਕਿਸਾਨ ਸ਼ੰਭੂ ਬਾਰਡਰ ਨੇੜੇ ਰੇਲਵੇ ਟਰੈਕ ਤੇ ਬੈਠ ਗਏ ਹਨ। ਇਸ ਦੌਰਾਨ ਪੁਲੀਸ ਨੇ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਪੁਲੀਸ ਅਤੇ ਕਿਸਾਨਾਂ ਵਿਚਾਲੇ ਝੜਪ ਵੀ ਹੋਈ। ਪਰ ਕਿਸਾਨ ਬੈਰੀਕੇਡ ਤੋੜ ਕੇ ਟਰੈਕ ਤੇ ਬੈਠ ਗਏ।

ਧਰਨੇ ਦੀ ਅਗਵਾਈ ਕਰ ਰਹੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ, ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੇ ਕੌਮੀ ਪ੍ਰਧਾਨ ਮਨਜੀਤ ਸਿੰਘ ਘੁਮਾਣਾ ਸਮੇਤ ਹੋਰਨਾਂ ਕਿਸਾਨਾਂ ਆਗੂਆਂ ਨੇ ਕਿਹਾ ਕਿ ਹਰਿਆਣਾ ਪੁਲੀਸ ਪ੍ਰਸ਼ਾਸਨ ਵੱਲੋਂ ਪਿਛਲੇ ਕਈ ਦਿਨਾਂ ਤੋਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਗ੍ਰਿਫਤਾਰ ਕੀਤਾ ਹੋਇਆ ਹੈ। ਉਹਨਾਂ ਮੰਗ ਕੀਤੀ ਕਿ ਗ੍ਰਿਫਤਾਰ ਕੀਤੇ ਗਏ ਕਿਸਾਨ ਆਗੂਆਂ ਨੂੰ ਤੁਰੰਤ ਰਿਹਾ ਕੀਤਾ ਜਾਵੇ।

ਜਿਕਰਯੋਗ ਹੈ ਕਿ ਕਿਸਾਨ ਸਰਕਾਰ ਤੋਂ ਨੌਜਵਾਨ ਆਗੂ ਨਵਦੀਪ ਸਿੰਘ ਜਲਬੇੜਾ ਸਮੇਤ 3 ਕਿਸਾਨਾਂ ਨੂੰ ਰਿਹਾਅ ਕਰਨ ਦੀ ਮੰਗ ਕਰ ਰਹੇ ਹਨ। ਇਸ ਸਬੰਧੀ ਪਹਿਲਾਂ ਕਿਸਾਨਾਂ ਦੀ ਹਰਿਆਣਾ ਅਤੇ ਪੰਜਾਬ ਸਰਕਾਰ ਨਾਲ ਮੀਟਿੰਗ ਹੋਈ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਰਿਹਾਈ ਦਾ ਭਰੋਸਾ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਕਿਸਾਨਾਂ ਨੇ ਸਰਕਾਰ ਨੂੰ 16 ਅਪ੍ਰੈਲ ਤੱਕ ਦਾ ਸਮਾਂ ਦਿੱਤਾ ਸੀ। ਜਦੋਂ ਸਰਕਾਰ ਨੇ ਉਨ੍ਹਾਂ ਨੂੰ ਰਿਹਾਅ ਨਾ ਕੀਤਾ ਤਾਂ ਉਹ ਰੇਲਵੇ ਟਰੈਕ ਜਾਮ ਕਰ ਦੇਣਗੇ। ਕਿਸਾਨਾਂ ਦੇ ਧਰਨੇ ਕਾਰਨ 34 ਟਰੇਨਾਂ ਪ੍ਰਭਾਵਿਤ ਹੋਈਆਂ ਹਨ। 11 ਟਰੇਨਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਗਿਆ ਹੈ, ਜਦੋਂ ਕਿ ਕਈ ਟਰੇਨਾਂ ਦੇ ਰੂਟ ਮੋੜ ਦਿੱਤੇ ਗਏ ਹਨ ਅਤੇ ਕੁਝ ਦੇ ਰੂਟ ਛੋਟੇ ਕਰ ਦਿੱਤੇ ਗਏ ਹਨ।