Drama on the name of services in Akali Govt. : Garcha

ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਵਿੱਚ ਸਹੂਲਤਾਂ ਦੇ ਨਾਂ ‘ਤੇ ਡਰਾਮੇਬਾਜ਼ੀ : ਗਰਚਾ
– ਕਿਹਾ ‘ਕਾਂਗਰਸ ਦੀ ਸਰਕਾਰ ਆਉਣ ‘ਤੇ ਖਰੜ ਦੀ ਸਿਹਤ ਵਿੱਚ ਲਿਆਵਾਂਗੇ ਸੁਧਾਰ’

ਖਰੜ, 19 ਸਤੰਬਰ : ਵਿਧਾਨ ਸਭਾ ਹਲਕਾ ਤੋਂ ਕਾਂਗਰਸ ਪਾਰਟੀ ਦੀ ਮਜ਼ਬੂਤ ਦਾਅਵੇਦਾਰ ਮੰਨੇ ਜਾਂਦੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਜਨਰਲ ਸਕੱਤਰ ਸ੍ਰੀਮਤੀ ਲਖਵਿੰਦਰ ਕੌਰ ਗਰਚਾ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੇ ਮਿਸ਼ਨ-2017 ਦੀ ਪ੍ਰਾਪਤੀ ਲਈ ਸ਼ੁਰੂ ਕੀਤੇ ਨੁੱਕੜ ਮੀਟਿੰਗਾਂ ਦੇ ਸਿਲਸਿਲੇ ਵਜੋਂ ਮੁੰਡੀ ਖਰੜ ਵਿਖੇ ਇੱਕ ਮੀਟਿੰਗ ਕੀਤੀ ਗਈ| ਮੀਟਿੰਗ ਵਿੱਚ ਜਿੱਥੇ ਕਾਂਗਰਸ ਪਾਰਟੀ ਦੀਆਂ ਪ੍ਰਾਪਤੀਆਂ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਮਿਸ਼ਨ ਬਾਰੇ ਚਾਨਣਾ ਪਾਇਆ ਗਿਆ ਉਸ ਦੇ ਨਾਲ ਹੀ ਖਰੜ ਖੇਤਰ ਵਿੱਚ ਬੀਤੇ ਕਈ ਦਿਨਾਂ ਤੋਂ ਫੈਲੀ ਡੇਂਗੂ ਦੀ ਭਿਆਨਕ ਬਿਮਾਰੀ ਬਾਰੇ ਵੀ ਗੰਭੀਰਤਾ ਨਾਲ ਵਿਚਾਰ ਕੀਤਾ ਗਿਆ|
ਇਸ ਮੌਕੇ ਗੱਲਬਾਤ ਕਰਦਿਆਂ ਸ੍ਰੀਮਤੀ ਗਰਚਾ ਨੇ ਕਿਹਾ ਕਿ ਖਰੜ ਖੇਤਰ ਵਿੱਚ ਲੋਕਾਂ ਵਿੱਚ ਡੇਂਗੂ ਦੀ ਬਿਮਾਰੀ ਪ੍ਰਤੀ ਖੌਫ਼ ਹੈ ਪ੍ਰੰਤੂ ਸਿਹਤ ਵਿਭਾਗ ਵੱਲੋਂ ਕੋਈ ਠੋਸ ਪ੍ਰਬੰਧ ਨਹੀਂ ਕੀਤੇ ਜਾ ਰਹੇ ਹਨ| ਬਿਮਾਰੀ ਦਿਨੋਂ ਦਿਨ ਵਧਦੀ ਜਾ ਰਹੀ ਹੈ| ਸਰਕਾਰੀ ਹਸਪਤਾਲ ਵਿੱਚ ਸਟਾਫ਼ ਦੀ ਕਮੀ ਹੈ ਜਿਸ ਕਾਰਨ ਮਰੀਜ਼ਾਂ ਨੂੰ ਇਲਾਜ ਲਈ ਜਾਂ ਤਾਂ ਦੂਰ ਪਾਰ ਦੂਸਰੇ ਸਰਕਾਰੀ ਹਸਪਤਾਲਾਂ ਵਿੱਚ ਜਾਣਾ ਪੈਂਦਾ ਹੈ ਜਾਂ ਫਿਰ ਪ੍ਰਾਈਵੇਟ ਹਸਪਤਾਲਾਂ ਵਿੱਚ ਲੁੱਟ ਦਾ ਸ਼ਿਕਾਰ ਹੋਣਾ ਪੈਂਦਾ ਹੈ| ਉਨ੍ਹਾਂ ਸਿਹਤ ਵਿਭਾਗ ਕੋਲੋਂ ਮੰਗ ਕੀਤੀ ਕਿ ਖਰੜ ਖੇਤਰ ਵਿੱਚ ਸਿਹਤ ਸਹੂਲਤਾਂ ਦੇ ਵਧੀਆ ਪ੍ਰਬੰਧ ਕੀਤੇ ਜਾਣ ਅਤੇ ਸਰਕਾਰੀ ਹਸਪਤਾਲ ਵਿੱਚ ਡਾਕਟਰਾਂ ਦੀ ਕਮੀ ਨੂੰ ਪੂਰਾ ਕੀਤਾ ਜਾਵੇ|
ਸ੍ਰੀਮਤੀ ਗਰਚਾ ਨੇ ਲੋਕਾਂ ਨੂੰ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਵਿੱਚ ਸਿਹਤ ਸਹੂਲਤਾਂ ਤਾਂ ਕੀ ਹੋਰ ਵੀ ਕਿਸੇ ਪ੍ਰਕਾਰ ਦੀਆਂ ਸਹੂਲਤਾਂ ਦੀ ਆਸ ਨਹੀਂ ਕੀਤੀ ਜਾ ਸਕਦੀ, ਸਹੂਲਤਾਂ ਦੇ ਨਾਂ ‘ਤੇ ਸਿਰਫ਼ ਡਰਾਮੇਬਾਜ਼ੀ ਹੀ ਕੀਤੀ ਜਾ ਰਹੀ ਹੈ| ਉਨ੍ਹਾਂ ਲੋਕਾਂ ਨੂੰ ਕਿਹਾ ਕਿ ਉਹ ਡੇਂਗੂ ਦੀ ਬਿਮਾਰੀ ਤੋਂ ਬਚਾਅ ਲਈ ਖੁਦ ਆਪਣੇ ਘਰਾਂ ਵਿੱਚ ਹੀ ਸੇਫਟੀ ਪ੍ਰਬੰਧ ਵਰਤਣ ਤਾਂ ਜੋ ਡੇਂਗੂ ਦੇ ਮੱਛਰ ਤੋਂ ਬਚਾਅ ਹੋ ਸਕੇ| ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਉਂਦੀਆਂ ਚੋਣਾਂ ਵਿੱਚ ਭਾਰੀ ਬਹੁਮਤ ਨਾਲ ਕਾਂਗਰਸੀ ਉਮੀਦਵਾਰਾਂ ਨੂੰ ਜਿਤਾ ਕੇ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਵਿੱਚ ਮੱਦਦ ਕੀਤੀ ਜਾਵੇ| ਉਨ੍ਹਾਂ ਕਿਹਾ ਕਿ ਜੇਕਰ ਪਾਰਟੀ ਦੀ ਹਾਈਕਮਾਂਡ ਉਨ੍ਹਾਂ ਨੂੰ ਹਲਕਾ ਖਰੜ ਤੋਂ ਟਿਕਟ ਦੇ ਕੇ ਚੋਣ ਲੜਾਉਂਦੀ ਹੈ ਤਾਂ ਉਹ ਖਰੜ ਹਲਕੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ| ਇਸ ਮੌਕੇ ਗੁਰਮੇਲ ਸਿੰਘ, ਅਮਰੀਕ ਸਿੰਘ, ਕਾਕਾ ਸਿੰਘ, ਹਰਜੀਤ ਸਿੰਘ ਗੰਜਾ ਆਦਿ ਵੀ ਹਾਜ਼ਰ ਸਨ|

Leave a Reply

Your email address will not be published. Required fields are marked *