Joti Jot Purab of Shri Guru Nanak Dev Ji Celebrated

sohana

ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ

ਐਸ ਏ ਐਸ ਨਗਰ, 3 ਅਕਤੂਬਰ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ ਜੋਤੀ ਜੋਤ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਜੋਤੀ ਜੋਤ ਪੁਰਬ ਦੇ ਸਬੰਧ ਵਿੱਚ ਸਵੇਰੇ 9:00 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ |

ਇਸ ਧਾਰਮਿਕ ਸਮਾਗਮ ਵਿੱਚ ਭਾਈ ਪ੍ਰਿਤਪਾਲ ਸਿੰਘ ਜੀ ਦੇ ਪੰਥਕ ਜੱਥੇ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪੂਰਾ ਜੀਵਨ ਬ੍ਰਿਤਾਂਤ ਅਤੇ ਉਨ੍ਹਾਂ ਦੇ ਸੰਨ 1539 ਈ: ਵਿੱਚ ਜੋਤੀ ਜੋਤ ਸਮਾਉਣ ਦਾ ਪ੍ਰਸੰਗ ਸੰਗਤਾਂ ਨੂੰ ਵਿਸਥਾਰ ਵਿੱਚ ਸੁਣਾਇਆ | ਭਾਈ ਧਰਮ ਸਿੰਘ ਮਾਹੀ ਦੇ ਜੱਥੇ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਦੁਆਰਾ ਸਮੂਹ ਮਾਨਵਤਾ ਦੀ ਭਲਾਈ ਲਈ ਕੀਤੀਆਂ ਚਾਰੇ ਉਦਾਸੀਆਂ ਬਾਰੇ ਸੰਖੇਪ ਵਿੱਚ ਸੰਗਤਾਂ ਨੂੰ ਜਾਣੂੰ ਕਰਵਾਇਆ | ਭਾਈ ਓਂਕਾਰ ਸਿੰਘ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ |

ਇਸ ਤੋਂ ਇਲਾਵਾ ਭਾਈ ਬਹਾਦਰ ਸਿੰਘ ਸੇਵਕ, ਭਾਈ ਗੁਰਦੀਪ ਸਿੰਘ ਖੰਨਾ, ਭਾਈ ਗੁਰਨਾਮ ਸਿੰਘ, ਭਾਈ ਗੁਰਬਚਨ ਸਿੰਘ, ਭਾਈ ਬਲਜੀਤ ਸਿੰਘ, ਭਾਈ ਗੁਰਵਿੰਦਰ ਸਿੰਘ, ਭਗੜਾਨੇ ਵਾਲਿਆਂ ਦਾ ਕਵੀਸ਼ਰੀ ਜੱਥਾ, ਭਾਈ ਘਨੱਈਆ ਕੀਰਤਨੀ ਜੱਥਾ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਰਾਗੀ ਜੱਥੇ ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਜਤਿੰਦਰ ਸਿੰਘ ਅਤੇ ਭਾਈ ਹਰਬਖਸ਼ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਨਿਹਾਲ ਕੀਤਾ|
ਮਾਹਿਰ ਡਾਕਟਰਾਂ ਵੱਲੋਂ ਮਰੀਜਾਂ ਦਾ ਮੁਆਈਨਾ ਕੀਤਾ ਗਿਆ ਅਤੇ ਦਵਾਈ ਗੁ: ਪ੍ਰਬੰਧਕ ਕਮੇਟੀ ਵੱਲੋਂ ਫਰੀ ਦਿੱਤੀ ਗਈ| ਗੁਰੂ ਕਾ ਲੰਗਰ ਇਸ ਮੌਕੇ ਅਤੁੱਟ ਵਰਤਾਇਆ ਗਿਆ |

ਇਸ ਮੌਕੇ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਆਉਣ ਵਾਲੀ ਮਿਤੀ 23 ਅਕਤੂਬਰ ਨੂੰ ਦਸਵੀਂ ਦਾ ਸ਼ੁਭ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ| ਇਸ ਦਿਨ ਸਵੇਰੇ 9:00 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ | ਇਸ ਉਪਰੰਤ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਜੱਥੇ, ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ ਜੀ | ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ|

Leave a Reply

Your email address will not be published. Required fields are marked *