Chandigarh
ਸਰਕਾਰੀ ਦਫ਼ਤਰਾਂ ਵਿੱਚ ਜੇਕਰ ਲੋਕ ਖੱਜਲ-ਖੁਆਰ ਹੋਏ ਤਾਂ ਡਿਪਟੀ ਕਮਿਸ਼ਨਰ ਜਵਾਬਦੇਹ ਹੋਣਗੇ-ਮੁੱਖ ਮੰਤਰੀ
ਚੰਡੀਗੜ੍ਹ, 17 ਜੂਨ:ਪੰਜਾਬ ਦੇ ਮੁੱਖ ਮੰਤਰੀ ਨੇ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸਮੂਹ ਡਿਪਟੀ ਕਮਿਸ਼ਨਰ ਆਪੋ-ਆਪਣੇ ਜ਼ਿਲ੍ਹਿਆਂ ਦੇ ਸਰਕਾਰੀ ਦਫ਼ਤਰਾਂ ਵਿੱਚ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਅਤੇ ਪ੍ਰੇਸ਼ਾਨੀ ਲਈ ਸਿੱਧੇ ਤੌਰ ‘ਤੇ ਜਵਾਬਦੇਹ ਹੋਣਗੇ।
ਇੱਥੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਆਮ ਲੋਕਾਂ ਨੂੰ ਸਾਫ਼-ਸੁਥਰਾ, ਜਵਾਬਦੇਹ ਅਤੇ ਪ੍ਰਭਾਵਸ਼ਾਲੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਸੂਬਾ ਸਰਕਾਰ ਦਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਇਸ ਕਾਰਜ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਹੀ ਸਭ ਤੋਂ ਕਾਰਗਰ ਭੂਮਿਕਾ ਨਿਭਾਅ ਸਕਦੇ ਹਨ ਤਾਂ ਕਿ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਨਾਗਰਿਕ ਕੇਂਦਰਿਤ ਸੇਵਾਵਾਂ ਦੀ ਨਿਰਵਿਘਨ ਤੌਰ ਉਤੇ ਮੁਹੱਈਆ ਕਰਵਾਈਆਂ ਜਾ ਸਕਣ। ਮੁੱਖ ਮੰਤਰੀ ਨੇ ਕਿਹਾ ਕਿ ਡਿਪਟੀ ਕਮਿਸ਼ਨਰਾਂ ਦਾ ਇਹ ਫ਼ਰਜ਼ ਬਣਦਾ ਹੈ ਕਿ ਉਹ ਇਹ ਯਕੀਨੀ ਬਣਾਉਣ ਕਿ ਉਨ੍ਹਾਂ ਦੇ ਸਬੰਧਤ ਜ਼ਿਲ੍ਹਿਆਂ ਦੇ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦਾ ਦੌਰਾ ਕਰਨ ਸਮੇਂ ਕਿਸੇ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।
ਮੁੱਖ ਮੰਤਰੀ ਨੇ ਸਪੱਸ਼ਟ ਤੌਰ ਉਤੇ ਕਿਹਾ ਕਿ ਇਸ ਕੰਮ ਵਿੱਚ ਢਿੱਲ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਅਜਿਹੀ ਕਿਸੇ ਵੀ ਅਣਗਹਿਲੀ ਲਈ ਸਬੰਧਤ ਡਿਪਟੀ ਕਮਿਸ਼ਨਰ ਨੂੰ ਜਵਾਬਦੇਹ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਜ਼ਿਲ੍ਹੇ ਵਿੱਚ ‘ਮੁੱਖ ਮੰਤਰੀ ਸਹਾਇਤਾ ਕੇਂਦਰ’ ਸਥਾਪਤ ਕਰਨ ਦਾ ਨਿਵੇਕਲਾ ਉਪਰਾਲਾ ਲੈ ਕੇ ਆ ਰਹੀ ਹੈ ਤਾਂ ਜੋ ਲੋਕ ਇਸ ਸਹਾਇਤਾ ਕੇਂਦਰ ਰਾਹੀਂ ਸਰਕਾਰੀ ਸੇਵਾਵਾਂ ਦਾ ਲਾਭ ਲੈ ਸਕਣ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ‘ਮੁੱਖ ਮੰਤਰੀ ਸਹਾਇਤਾ ਕੇਂਦਰ’ ‘ਤੇ ਇਕ ਸਮਰਪਿਤ ਅਧਿਕਾਰੀ ਹਾਜ਼ਰ ਰਹੇਗਾ ਜੋ ਆਮ ਲੋਕਾਂ ਦੇ ਰੋਜ਼ਮੱਰਾ ਦੇ ਪ੍ਰਸ਼ਾਸਕੀ ਕੰਮਕਾਜ ਨਾਲ ਸਬੰਧਤ ਦਰਖਾਸਤਾਂ ਪ੍ਰਾਪਤ ਕਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਜ਼ਿਲ੍ਹੇ ਦੇ ਪ੍ਰਸ਼ਾਸਕੀ ਕੰਮਾਂ ਸਬੰਧੀ ਦਰਖਾਸਤਾਂ ਸਬੰਧਤ ਵਿਭਾਗ ਨੂੰ ਭੇਜੀਆਂ ਜਾਣਗੀਆਂ ਤਾਂ ਜੋ ਕੰਮ ਨੂੰ ਤੁਰੰਤ ਨੇਪਰੇ ਚਾੜ੍ਹਿਆ ਜਾ ਸਕੇ। ਇਸੇ ਤਰ੍ਹਾਂ ਸੂਬਾ ਸਰਕਾਰ ਨਾਲ ਸਬੰਧਤ ਕੰਮਾਂ ਨੂੰ ਮੁੱਖ ਮੰਤਰੀ ਦਫ਼ਤਰ ਭੇਜਿਆ ਜਾਵੇਗਾ ਜਿਨ੍ਹਾਂ ਦੇ ਹੱਲ ਲਈ ਇਨ੍ਹਾਂ ਦਰਖਾਸਤਾਂ ਨੂੰ ਪ੍ਰਸ਼ਾਸਨਿਕ ਵਿਭਾਗਾਂ ਕੋਲ ਭੇਜਿਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘ਚੀਫ ਮਨਿਸਟਰ ਡੈਸ਼ਬੋਰਡ’ ਜ਼ਿਲ੍ਹੇ ਭਰ ਵਿੱਚ ਆਮ ਲੋਕਾਂ ਤੋਂ ਉਨ੍ਹਾਂ ਦੀਆਂ ਅਰਜ਼ੀਆਂ ਅਤੇ ਬਕਾਇਆ ਕੰਮਾਂ ਬਾਰੇ ਫੀਡਬੈਕ ਲੈਣ ਦੇ ਨਾਲ-ਨਾਲ ਸਮੁੱਚੀ ਗਤੀਵਿਧੀਆਂ ਦੀ ਨਿਰੰਤਰ ਨਿਗਰਾਨੀ ਕਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਆਮ ਲੋਕਾਂ ਦੇ ਰੋਜ਼ਮੱਰਾ ਦੇ ਕੰਮਾਂ ਨੂੰ ਸਮਾਂਬੱਧ ਅਤੇ ਤੁਰੰਤ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਏਗਾ। ਉਨ੍ਹਾਂ ਕਿਹਾ ਕਿ ਅਧਿਕਾਰੀ ਇਸ ਡੈਸ਼ਬੋਰਡ ਦੀ ਨਿਯਮਤ ਤੌਰ ‘ਤੇ ਨਿਗਰਾਨੀ ਕਰਨਗੇ ਤਾਂ ਜੋ ਇਹ ਨਿਸ਼ਚਤ ਬਣਾਇਆ ਜਾ ਸਕੇ ਕਿ ਲੋਕਾਂ ਨੂੰ ਆਪਣੇ ਆਮ ਪ੍ਰਸ਼ਾਸਨਿਕ ਕੰਮਕਾਜ ਲਈ ਕਿਸੇ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।
ਭਗਵੰਤ ਸਿੰਘ ਮਾਨ ਨੇ ਸਪੱਸ਼ਟ ਤੌਰ ਉਤੇ ਕਿਹਾ, “ਇਹ ਸਹੀ ਮਾਅਨਿਆਂ ਵਿੱਚ ਪੰਜਾਬੀਆਂ ਦੀ ਸਰਕਾਰ ਹੈ ਕਿਉਂਕਿ ਪੰਜਾਬ ਦੇ ਲੋਕਾਂ ਨੇ ਜ਼ਬਰਦਸਤ ਫਤਵਾ ਦੇ ਕੇ ਮੇਰੇ ਵਿੱਚ ਵਿਸ਼ਵਾਸ ਪ੍ਰਗਟਾਇਆ ਸੀ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।” ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਹ ਯਕੀਨੀ ਬਣਾਏਗੀ ਕਿ ਆਮ ਲੋਕਾਂ ਦੇ ਸਾਰੇ ਕੰਮਕਾਜ ਬਿਨਾਂ ਕਿਸੇ ਦੇਰੀ ਤੋਂ ਕੀਤੇ ਜਾ ਸਕਣ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਨਵੀਨਤਮ ਤਕਨੀਕ ਨੂੰ ਅਪਣਾਏਗੀ ਤਾਂ ਜੋ ਸਰਕਾਰੀ ਅਧਿਕਾਰੀਆਂ ਦਾ ਆਪਣੇ ਦਫ਼ਤਰਾਂ ਵਿੱਚ ਹਾਜ਼ਰ ਹੋਣ ਅਤੇ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨਾ ਨਿਸ਼ਚਤ ਕੀਤਾ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਕੰਮਕਾਜ ਵਿੱਚ ਵਿਧਾਇਕਾਂ ਅਤੇ ਹੋਰ ਲੋਕ ਨੁਮਾਇੰਦਿਆਂ ਦੀ ਸ਼ਮੂਲੀਅਤ ਨੂੰ ਵੀ ਵਧਾਇਆ ਜਾਵੇਗਾ ਤਾਂ ਜੋ ਉਹ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਦੇ ਦਫ਼ਤਰਾਂ ਨਾਲ ਤਾਲਮੇਲ ਕਰਕੇ ਲੋਕਾਂ ਦੇ ਕੰਮਾਂ ਨੂੰ ਨੇਪਰੇ ਚਾੜ੍ਹ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵੱਖ-ਵੱਖ ਪਿੰਡਾਂ ਦਾ ਇੱਕ ਕਲੱਸਟਰ ਬਣਾਇਆ ਜਾਵੇਗਾ ਜਿੱਥੇ ਪ੍ਰਸ਼ਾਸਨਿਕ ਅਧਿਕਾਰੀ ਸਥਾਨਕ ਵਿਧਾਇਕ ਅਤੇ ਲੋਕ ਨੁਮਾਇੰਦਿਆਂ ਨਾਲ ਇਨ੍ਹਾਂ ਪਿੰਡਾਂ ਵਿੱਚ ਜਾ ਕੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਮੌਕੇ ਉਤੇ ਹੀ ਨਿਪਟਾਰਾ ਕਰਨਗੇ ਤਾਂ ਜੋ ਲੋਕਾਂ ਨੂੰ ਕੰਮਾਂ ਲਈ ਇਧਰ-ਉਧਰ ਭਟਕਣਾ ਨਾ ਪਵੇ। ਮੁੱਖ ਮੰਤਰੀ ਨੇ ਕਿਹਾ ਕਿ ਇਹ ਇੱਕ ਕ੍ਰਾਂਤੀਕਾਰੀ ਕਦਮ ਹੋਵੇਗਾ ਕਿਉਂਕਿ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਰਾਹੀਂ ਸਰਕਾਰ ਲੋਕਾਂ ਦੇ ਦਰ ‘ਤੇ ਪਹੁੰਚ ਜਾਵੇਗੀ ਅਤੇ ਇਹ ਯਕੀਨੀ ਬਣਾਏਗੀ ਕਿ ਆਮ ਲੋਕਾਂ ਦੇ ਕੰਮਾਂ ਨੂੰ ਪ੍ਰਮੁੱਖਤਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਫ਼ਤਰਾਂ ਵਿੱਚ ਪੁੱਛਗਿੱਛ ਅਤੇ ਜਾਂਚ ਕੇਂਦਰਾਂ ਦੇ ਰੂਪ ਵਿੱਚ ਵਿਸ਼ੇਸ਼ ਕਾਊਂਟਰ ਸਥਾਪਿਤ ਕੀਤੇ ਜਾਣਗੇ, ਤਾਂ ਜੋ ਲੋਕਾਂ ਨੂੰ ਉਸ ਦਫ਼ਤਰ ਦਾ ਤੁਰੰਤ ਪਤਾ ਲੱਗ ਸਕੇ ਕਿ ਉਨ੍ਹਾਂ ਦਾ ਕੰਮ ਕਿੱਥੋਂ ਹੋਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਲੋਕਾਂ ਦੇ ਸਮੇਂ ਅਤੇ ਊਰਜਾ ਦੀ ਬੱਚਤ ਹੋਣ ਦੇ ਨਾਲ-ਨਾਲ ਉਨ੍ਹਾਂ ਦੇ ਕੰਮ ਨੂੰ ਸਮਾਂਬੱਧ ਢੰਗ ਨਾਲ ਕਰਨਾ ਯਕੀਨੀ ਬਣਾਇਆ ਜਾਵੇਗਾ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਰਕਾਰ ਨੇ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਸਿੰਚਾਈ ਲਈ ਨਹਿਰੀ ਪਾਣੀ ਮੁਹੱਈਆ ਕਰਵਾਉਣ ਦਾ ਕ੍ਰਾਂਤੀਕਾਰੀ ਕਦਮ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਦਾ ਮਕਸਦ ਕਿਸਾਨਾਂ ਵੱਲੋਂ ਨਹਿਰੀ ਪਾਣੀ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾ ਕੇ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਦੀ ਸਖ਼ਤ ਲੋੜ ਹੈ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਦਾ ਜੀਵਨ ਸੁਰੱਖਿਅਤ ਬਣਾਇਆ ਜਾ ਸਕੇ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਮੌਨਸੂਨ ਦੇ ਅਗਾਮੀ ਸੀਜ਼ਨ ਵਿੱਚ ਹੜ੍ਹਾਂ ਦੀ ਰੋਕਥਾਮ ਦੀ ਤਿਆਰੀ ਦਾ ਜ਼ਮੀਨੀ ਪੱਧਰ ‘ਤੇ ਜਾਇਜ਼ਾ ਲੈਣ ਲਈ ਉਹ ਵਿਆਪਕ ਪੱਧਰ ‘ਤੇ ਦੌਰੇ ਕਰਨਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਦੌਰਾ ਘੱਗਰ ਨਦੀ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਆਲੇ-ਦੁਆਲੇ ਹੋਵੇਗਾ ਤਾਂ ਜੋ ਜ਼ਮੀਨੀ ਪੱਧਰ ‘ਤੇ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅਚਨਚੇਤ ਜਾਂਚ ਕੀਤੀ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਹੋਰ ਹਿੱਸਿਆਂ ਵਿੱਚ ਵੀ ਅਜਿਹੀ ਜਾਂਚ ਕੀਤੀ ਜਾਵੇਗੀ ਤਾਂ ਜੋ ਆਉਣ ਵਾਲੇ ਮੌਨਸੂਨ ਸੀਜ਼ਨ ਦੌਰਾਨ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਮੁੱਖ ਮੰਤਰੀ ਨੇ ਕਿਹਾ ਕਿ ਮੈਡੀਕਲ ਪ੍ਰੀਖਿਆ ਨੀਟ ਦੇ ਲੀਕ ਹੋਣ ਨਾਲ ਉਨ੍ਹਾਂ ਹੋਣਹਾਰ ਵਿਦਿਆਰਥੀਆਂ ਦਾ ਭਵਿੱਖ ਬਰਬਾਦ ਹੋ ਗਿਆ ਹੈ ਜਿਨ੍ਹਾਂ ਨੇ ਇਸ ਪ੍ਰੀਖਿਆ ਲਈ ਦਿਨ-ਰਾਤ ਮਿਹਨਤ ਕੀਤੀ। ਉਨ੍ਹਾਂ ਕਿਹਾ ਕਿ ਇਹ ਹੋਰ ਵੀ ਸ਼ਰਮਨਾਕ ਗੱਲ ਹੈ ਕਿ ਕੇਂਦਰ ਸਰਕਾਰ ਨੇ ਨੀਟ ਪ੍ਰੀਖਿਆ ਦੇ ਕਿਸੇ ਵੀ ਤਰ੍ਹਾਂ ਦੇ ਲੀਕ ਹੋਣ ਤੋਂ ਇਨਕਾਰ ਕੀਤਾ ਸੀ ਪਰ ਇਹ ਬਹੁਤ ਮੰਦਭਾਗਾ ਹੈ ਕਿ ਇਸ ਘਟਨਾ ਨੇ ਪ੍ਰੀਖਿਆ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਦੀ ਮਾਨਸਿਕਤਾ ਨੂੰ ਠੇਸ ਪਹੁੰਚਾਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਹੈ ਅਤੇ ਅਜਿਹੇ ਅਮਲਾਂ ਨੂੰ ਸਖ਼ਤੀ ਨਾਲ ਰੋਕਿਆ ਜਾਣਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਕੋਲ ਸੂਬੇ ਦੇ ਹਰੇਕ ਖੇਤਰ ਲਈ ਬਿਜਲੀ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕੋਲ ਵਾਧੂ ਬਿਜਲੀ ਹੈ ਅਤੇ ਚੱਲ ਰਹੇ ਪੀਕ ਸੀਜ਼ਨ ਦੇ ਬਾਵਜੂਦ ਕਿਸੇ ਵੀ ਸੈਕਟਰ ਵਿੱਚ ਬਿਜਲੀ ਕੱਟ ਨਹੀਂ ਲਾਇਆ ਜਾ ਰਿਹਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹਾ ਤਾਂ ਹੀ ਸੰਭਵ ਹੋ ਰਿਹਾ ਹੈ ਕਿ ਸੂਬਾ ਸਰਕਾਰ ਵੱਲੋਂ ਵੱਡੇ ਸੁਧਾਰਾਂ ਦੀ ਸ਼ੁਰੂਆਤ ਕਰਕੇ ਹਰ ਖੇਤਰ ਨੂੰ ਬਿਜਲੀ ਸਪਲਾਈ ਯਕੀਨੀ ਬਣਾਈ ਜਾ ਰਹੀ ਹੈ।
Chandigarh
24 ਜਨਵਰੀ ਨੂੰ ਨਹੀਂ ਹੋਵੇਗੀ ਚੰਡੀਗੜ੍ਹ ਮੇਅਰ ਦੀ ਚੋਣ
ਚੰਡੀਗੜ੍ਹ, 20 ਜਨਵਰੀ (ਸ.ਬ.) ਚੰਡੀਗੜ੍ਹ ਦੇ ਮੇਅਰ ਦੀ ਚੋਣ 24 ਜਨਵਰੀ ਨੂੰ ਨਹੀਂ ਹੋਵੇਗੀ। ਇਸ ਸੰਬੰਧੀ ਪੰਜਾਬ ਹਰਿਆਣਾ ਹਾਈ ਕੋਰਟ ਨੇ ਫ਼ੈਸਲਾ ਸੁਣਾਉਂਦਿਆਂ 24 ਜਨਵਰੀ ਵਾਲੀ ਨੋਟੀਫ਼ਿਕੇਸ਼ਨ ਰੱਦ ਕਰ ਦਿੱਤੀ ਹੈ।
ਅਦਾਲਤ ਨੇ ਕਿਹਾ ਹੈ ਕਿ 29 ਜਨਵਰੀ ਤੱਕ ਮੇਅਰ ਦਾ ਕਾਰਜਕਾਲ ਰਹੇਗਾ ਤੇ ਉਸ ਤੋਂ ਬਾਅਦ ਚੋਣਾਂ ਕਰਵਾਈਆਂ ਜਾਣਗੀਆਂ। ਹਾਈ ਕੋਰਟ ਨੇ ਪ੍ਰਸ਼ਾਸਨ ਨੂੰ ਚੋਣਾਂ ਸੰਬੰਧੀ ਨਵਾਂ ਨੋਟੀਫ਼ਿਕੇਸ਼ਨ ਜਾਰੀ ਕਰਨ ਦਾ ਹੁਕਮ ਦਿੱਤਾ ਹੈ।
ਜਿਕਰਯੋਗ ਹੈ ਕਿ ਆਪ ਤੇ ਕਾਂਗਰਸ ਨੇ ਚੋਣ ਪ੍ਰਕਿਰਿਆ ਤੇ ਚੋਣਾਂ ਦੀ ਤਾਰੀਖ਼ ਨੂੰ ਹਾਈਕੋਰਟ ਵਿਚ ਚੁਣੌਤੀ ਦਿੱਤੀ ਸੀ, ਜਿਸ ਤੇ ਹਾਈ ਕੋਰਟ ਨੇ ਆਪਣਾ ਫ਼ੈਸਲਾ ਸੁਣਾਇਆ ਹੈ। ਇਸ ਦੇ ਨਾਲ ਹੀ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਵੀ ਟਾਲ ਦਿੱਤੀ ਗਈ ਹੈ।
Chandigarh
ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਲੋਕ ਨਿਰਮਾਣ ਮੰਤਰੀ ਨੇ ਉੱਚ ਪੱਧਰੀ ਮੀਟਿੰਗ ਸੱਦੀ
ਚੰਡੀਗੜ੍ਹ, 20 ਜਨਵਰੀ (ਸ.ਬ.) ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਸੂਬੇ ਵਿੱਚ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ) ਵੱਲੋਂ ਵੱਡੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਤੇ ਕੀਤੇ ਜਾ ਰਹੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਦੇ ਨਾਲ ਨਾਲ ਭਵਿੱਖ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਯੋਜਨਾ ਬਣਾਉਣ ਵਾਸਤੇ 21 ਜਨਵਰੀ ਨੂੰ ਚੰਡੀਗੜ੍ਹ ਵਿਖੇ ਇੱਕ ਉੱਚ-ਪੱਧਰੀ ਮੀਟਿੰਗ ਸੱਦੀ ਗਈ ਹੈ।
ਇੱਥੇ ਜਾਰੀ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਸਾਰੇ ਮੁੱਖ ਇੰਜਨੀਅਰਾਂ ਅਤੇ ਸੁਪਰਡੈਂਟ ਇੰਜਨੀਅਰਾਂ ਨੂੰ ਮੀਟਿੰਗ ਵਿੱਚ ਹਾਜ਼ਰ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਮੀਟਿੰਗ ਦੇ ਏਜੰਡੇ ਵਿੱਚ ਮੁੱਖ ਜਨਤਕ ਬੁਨਿਆਦੀ ਢਾਂਚੇ, ਜਿਵੇਂ ਕਿ ਨਿਆਂਇਕ ਅਤੇ ਪ੍ਰਸ਼ਾਸਨਿਕ ਇਮਾਰਤਾਂ, ਸਕੂਲਾਂ, ਹਸਪਤਾਲਾਂ, ਮੈਡੀਕਲ ਕਾਲਜਾਂ, ਅਤੇ ਰਾਜ ਦੀਆਂ ਸੜਕਾਂ ਅਤੇ ਪੁਲ ਪ੍ਰੋਜੈਕਟਾਂ ਦੇ ਨਿਰਮਾਣ ਅਤੇ ਰੱਖ-ਰਖਾਅ ਬਾਰੇ ਵਿਸਤ੍ਰਿਤ ਚਰਚਾ ਸ਼ਾਮਲ ਹੈ।
ਉਹਨਾਂ ਕਿਹਾ ਕਿ ਇਹ ਮੀਟਿੰਗ ਪ੍ਰੋਜੈਕਟਾਂ ਦੀ ਮੌਜੂਦਾ ਸਥਿਤੀ ਦਾ ਮੁਲਾਂਕਣ ਕਰਨ ਦੇ ਨਾਲ-ਨਾਲ ਪੇਸ਼ ਆ ਰਹੀਆਂ ਚੁਣੌਤੀਆਂ ਨਾਲ ਨਜਿੱਠਣ ਦਾ ਹੱਲ ਕੱਢਣ ਵਿੱਚ ਮਦਦ ਕਰੇਗੀ। ਉਨ੍ਹਾਂ ਕਿਹਾ ਕਿ ਵਿਭਾਗ ਦਾ ਟੀਚਾ ਸਾਰੇ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਨੂੰ ਸਮੇਂ ਸਿਰ ਪੂਰਾ ਕਰਨਾ ਅਤੇ ਇੰਨ੍ਹਾਂ ਦੀ ਉੱਚ-ਗੁਣਵੱਤਾ ਨੂੰ ਯਕੀਨੀ ਬਣਾਉਣਾ ਹੈ। ਮੰਤਰੀ ਨੇ ਕਿਹਾ ਕਿ ਇਸ ਮੀਟਿੰਗ ਦੌਰਾਨ ਸੂਬੇ ਦੀਆਂ ਜਨਤਕ ਸਹੂਲਤਾਂ ਨੂੰ ਹੋਰ ਵਿਕਸਤ ਕਰਨ ਦੇ ਉਦੇਸ਼ ਨਾਲ ਭਵਿੱਖ ਦੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਬਾਰੇ ਵੀ ਵਿਚਾਰ-ਚਰਚਾ ਕੀਤੀ ਜਾਵੇਗੀ।
Chandigarh
ਸੱਪ ਦੇ ਡੰਗਣ ਤੇ ਪਸ਼ੂਆਂ ਦਾ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਹੋਵੇਗਾ ਮੁਫ਼ਤ ਇਲਾਜ : ਗੁਰਮੀਤ ਸਿੰਘ ਖੁੱਡੀਆਂ
ਚੰਡੀਗੜ੍ਹ, 18 ਜਨਵਰੀ (ਸ.ਬ.) ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਜ਼ਿਲ੍ਹਾ ਅਤੇ ਤਹਿਸੀਲ ਪੱਧਰ ਦੇ ਪਸ਼ੂ ਹਸਪਤਾਲਾਂ ਵਿੱਚ ਸੱਪ ਦੇ ਡੰਗਣ ਉੱਤੇ ਪਸ਼ੂਆਂ ਦੇ ਮੁਫ਼ਤ ਇਲਾਜ ਦੀ ਸਹੂਲਤ ਸ਼ੁਰੂ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ ਤੇ ਸਾਰੇ 22 ਪੌਲੀਕਲੀਨਿਕਾਂ ਅਤੇ 97 ਤਹਿਸੀਲ ਪੱਧਰ ਦੇ ਵੈਟਰਨਰੀ ਹਸਪਤਾਲਾਂ ਵਿੱਚ ਸੱਪ ਦੇ ਜ਼ਹਿਰ ਤੋਂ ਬਚਾਅ ਲਈ ਪੌਲੀਵੈਲੇਂਟ ਦਵਾਈ ਉਪਲਬਧ ਕਰਵਾਈ ਗਈ ਹੈ।
ਉਹਨਾਂ ਕਿਹਾ ਕਿ ਇਸਦਾ ਉਦੇਸ਼ ਸੱਪ ਦੇ ਡੰਗ ਦਾ ਸ਼ਿਕਾਰ ਹੋਏ ਪਾਲਤੂ ਜਾਨਵਰਾਂ ਅਤੇ ਪਸ਼ੂਆਂ ਲਈ ਤੁਰੰਤ ਅਤੇ ਪ੍ਰਭਾਵਸ਼ਾਲੀ ਇਲਾਜ ਪ੍ਰਦਾਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਵੈਟਰਨਰੀ ਹਸਪਤਾਲ ਸੱਪ ਦੇ ਡੰਗਣ ਸਬੰਧੀ ਐਮਰਜੈਂਸੀ ਸਥਿਤੀਆਂ ਨਾਲ ਨਜਿੱਠਣ ਲਈ ਲੋੜੀਂਦੀ ਐਂਟੀ ਵੇਨਮ ਦਵਾਈਆਂ ਅਤੇ ਸਿਖਲਾਈ ਪ੍ਰਾਪਤ ਕਰਮਚਾਰੀਆਂ ਨਾਲ ਲੈਸ ਹਨ।
ਸੱਪ ਦੇ ਡੰਗਣ ਨਾਲ ਹੋਣ ਵਾਲੀਆਂ ਮੌਤਾਂ ਨੂੰ ਰੋਕਣ ਲਈ ਸਮੇਂ ਸਿਰ ਇਲਾਜ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸਾਰੇ ਪਾਲਤੂ ਜਾਨਵਰਾਂ ਦੇ ਮਾਲਕਾਂ ਅਤੇ ਪਸ਼ੂ ਪਾਲਕਾਂ ਨੂੰ ਇਸ ਸਹੂਲਤ ਅਤੇ ਸੱਪ ਦੇ ਡੰਗਣ ਦੇ ਲੱਛਣਾਂ ਬਾਰੇ ਜਾਗਰੂਕ ਕਰਨ ਅਤੇ ਲੋੜ ਪੈਣ ਤੇ ਤੁਰੰਤ ਪਸ਼ੂਆਂ ਦਾ ਇਲਾਜ ਕਰਵਾਉਣ ਲਈ ਉਤਸ਼ਾਹਿਤ ਕਰਨ।
ਇਸ ਮੌਕੇ ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਸਾਨਾਂ ਨੂੰ ਇਸ ਸਹੂਲਤ ਬਾਰੇ ਜਾਗਰੂਕ ਕਰਨ ਲਈ ਹਰੇਕ ਵੈਟਰਨਰੀ ਹਸਪਤਾਲ ਵਿੱਚ ਐਸ.ਓ.ਪੀ. ਪ੍ਰਦਰਸ਼ਿਤ ਕੀਤੀ ਜਾਣੀ ਚਾਹੀਦੀ ਹੈ। ਵਿਭਾਗ ਦੇ ਡਾਇਰੈਕਟਰ ਡਾ. ਗੁਰਸ਼ਰਨਜੀਤ ਸਿੰਘ ਬੇਦੀ ਨੇ ਦੱਸਿਆ ਕਿ ਸੱਪ ਦੇ ਡੰਗਣ ਦੇ ਮੁੱਢਲੇ ਲੱਛਣਾਂ ਵਿੱਚ ਸਾਹ ਲੈਣ ਵਿੱਚ ਦਿੱਕਤ, ਸਰੀਰ ਤੇ ਦੰਦਾਂ ਦੇ ਨਿਸ਼ਾਨ, ਸਰੀਰ ਵਿੱਚ ਦਰਦ, ਜਾਨਵਰ ਦਾ ਕੰਬਣਾ ਅਤੇ ਅਧਰੰਗ, ਪਿਸ਼ਾਬ ਵਿੱਚ ਖੂਨ ਆਦਿ ਸ਼ਾਮਲ ਹਨ।
-
National1 month ago
ਦੋ ਕਾਰਾਂ ਦੀ ਟੱਕਰ ਦੌਰਾਨ 5 ਵਿਦਿਆਰਥੀਆਂ ਸਮੇਤ 7 ਵਿਅਕਤੀਆਂ ਦੀ ਮੌਤ
-
Mohali2 months ago
ਮੁਹਾਲੀ ਪੁਲੀਸ ਵੱਲੋਂ 150 ਗ੍ਰਾਮ ਹੈਰੋਇਨ ਸਮੇਤ 1 ਸਮਗਲਰ ਕਾਬੂ
-
Horscope2 months ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
-
International1 month ago
ਚੰਡੀਗੜ੍ਹ ਦੀ ਹਰਮੀਤ ਢਿੱਲੋਂ ਨੂੰ ਟਰੰਪ ਨੇ ਸਹਾਇਕ ਅਟਾਰਨੀ ਜਨਰਲ ਵਜੋਂ ਨਾਮਜ਼ਦ ਕੀਤਾ
-
International1 month ago
ਤਨਮਨਜੀਤ ਸਿੰਘ ਢੇਸੀ ਰਾਸ਼ਟਰੀ ਸੁਰੱਖਿਆ ਕਮੇਟੀ ਦੇ ਮੈਂਬਰ ਨਿਯੁਕਤ
-
Mohali2 months ago
3 ਦਸੰਬਰ ਨੂੰ ਖਰੜ ਸਬ ਡਵੀਜ਼ਨ ਦੇ ਪਿੰਡ ਫਤਿਹਪੁਰ ਵਿਖੇ ਲੱਗੇਗਾ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਕੈਂਪ
-
Mohali2 months ago
ਮਾਂ ਅੰਨਪੂਰਣਾ ਸੇਵਾ ਸਮਿਤੀ ਨੇ ਲੰਗਰ ਲਗਾਇਆ
-
National2 months ago
ਪੁਲੀਸ ਅਤੇ ਗੈਂਗਸਟਰਾਂ ਵਿਚਾਲੇ ਗੋਲੀਬਾਰੀ ਦੌਰਾਨ 1 ਗੈਂਗਸਟਰ ਢੇਰ, 2 ਜ਼ਖਮੀ