Connect with us

Chandigarh

ਮੁੱਖ ਮੰਤਰੀ ਵੱਲੋਂ ਪੁਲਿਸ ਅਫ਼ਸਰਾਂ ਨੂੰ ਆਦੇਸ਼; ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਤੋਂ ਇਕ ਹਫ਼ਤੇ ਵਿੱਚ-ਵਿੱਚ ਜਾਇਦਾਦ ਜ਼ਬਤ ਕਰੋ

Published

on

ਚੰਡੀਗੜ੍ਹ, 18 ਜੂਨ:ਪੰਜਾਬ ਵਿੱਚ ਨਸ਼ਿਆਂ ਦੇ ਖ਼ਤਰੇ ਨਾਲ ਸਿੱਝਣ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚੋਂ ਇਸ ਸਰਾਪ ਦੇ ਖ਼ਾਤਮੇ ਲਈ ਪੰਜਾਬ ਸਰਕਾਰ ਨੇ ਬਹੁ-ਦਿਸ਼ਾਵੀ ਰਣਨੀਤੀ ਉਲੀਕੀ ਹੈ।

ਇੱਥੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਪੁਲਿਸਿੰਗ ਵਿੱਚ ਕਈ ਸੁਧਾਰ ਲਿਆਉਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੀਆਂ ਤਿਆਰੀਆਂ ਦੌਰਾਨ ਪੰਜਾਬ ਪੁਲਿਸ ਨੇ ਬਹੁਤ ਵੱਡੀ ਮਾਤਰਾ ਵਿੱਚ ਨਕਦੀ ਤੇ ਨਸ਼ੇ ਫੜੇ ਹਨ ਅਤੇ ਨਸ਼ਿਆਂ ਦੀ ਸਪਲਾਈ ਬਾਰੇ ਅਹਿਮ ਜਾਣਕਾਰੀਆਂ ਜੁਟਾਈਆਂ ਹਨ। ਉਨ੍ਹਾਂ ਕਿਹਾ ਕਿ ਇਹ ਧਿਆਨ ਵਿੱਚ ਆਇਆ ਹੈ ਕਿ ਕਈ ਹੇਠਲੇ ਪੱਧਰ ਦੇ ਪੁਲਿਸ ਮੁਲਾਜ਼ਮਾਂ ਦੀ ਨਸ਼ਾ ਤਸਕਰਾਂ ਨਾਲ ਗੰਢ-ਤੁੱਪ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਹਿਮ ਪਹਿਲਕਦਮੀ ਕਰਦਿਆਂ ਸੂਬਾ ਸਰਕਾਰ ਨੇ ਦਰਜਾਬੰਦੀ ਵਿੱਚ ਸੱਭ ਤੋਂ ਹੇਠਲੇ ਪੱਧਰ ਉਤੇ ਆਉਂਦੇ ਅਤੇ ਲੰਮੇ ਸਮੇਂ ਤੋਂ ਇਕੋ ਥਾਈਂ ਤਾਇਨਾਤ ਪੁਲਿਸ ਮੁਲਾਜ਼ਮਾਂ ਦੀਆਂ ਵੱਡੇ ਪੱਧਰ ਉਤੇ ਬਦਲੀਆਂ ਕੀਤੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਵੱਖ-ਵੱਖ ਡਿਵੀਜ਼ਨਾਂ ਵਿੱਚ ਤਾਇਨਾਤ 10 ਹਜ਼ਾਰ ਤੋਂ ਵੱਧ ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਗਏ ਹਨ ਅਤੇ ਤਾਇਨਾਤੀਆਂ ਵਿੱਚ ਰੋਟੇਸ਼ਨ ਦੀ ਪ੍ਰਕਿਰਿਆ ਚੱਲ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਦੀ ਸਮਗਲਿੰਗ ਨੂੰ ਠੱਲ੍ਹ ਪਾਉਣ ਲਈ ਕਦਮ ਚੁੱਕਿਆ ਗਿਆ ਹੈ ਕਿਉਂਕਿ ਉਨ੍ਹਾਂ ਨੂੰ ਰਿਪੋਰਟਾਂ ਮਿਲੀਆਂ ਹਨ ਕਿ ਹੇਠਲੇ ਪੱਧਰ ਉਤੇ ਕਈ ਪੁਲਿਸ ਅਫ਼ਸਰਾਂ ਦੀ ਨਸ਼ਾ ਤਸਕਰਾਂ ਨਾਲ ਸਾਂਝ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਵਿਚਲੀਆਂ ਇਨ੍ਹਾਂ ਕਾਲੀਆਂ ਭੇਡਾਂ ਦੀ ਸ਼ਨਾਖ਼ਤ ਕੀਤੀ ਜਾਵੇਗੀ ਅਤੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਜੇ ਕੋਈ ਨਸ਼ਿਆਂ ਦੀ ਸਮਗਲਿੰਗ ਵਿੱਚ ਸ਼ਾਮਲ ਪਾਇਆ ਗਿਆ ਤਾਂ ਪੁਲਿਸ ਇਕ ਹਫ਼ਤੇ ਦੇ ਅੰਦਰ-ਅੰਦਰ ਉਸ ਦੀ ਜਾਇਦਾਦ ਜ਼ਬਤ ਕਰੇਗੀ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਇਸ ਨੀਤੀ ਨੂੰ ਮਿਸ਼ਨਰੀ ਭਾਵਨਾ ਨਾਲ ਲਾਗੂ ਕਰਨ ਲਈ ਕਿਹਾ ਗਿਆ ਤਾਂ ਕਿ ਨਸ਼ਾ ਤਸਕਰੀ ਨੂੰ ਠੱਲ੍ਹਿਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਦੀ ਕਾਰਜਕੁਸ਼ਲਤਾ ਵਧਾਉਣ ਲਈ ਫੋਰਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਸਿਰਜਣ ਦਾ ਫੈਸਲਾ ਕੀਤਾ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਆਉਣ ਵਾਲੇ ਸਮੇਂ ਵਿੱਚ ਇਕ ਪਾਸੇ ਅਪਰਾਧ ਨੂੰ ਰੋਕਣ ਵਿੱਚ ਮਦਦ ਮਿਲੇਗੀ, ਦੂਜੇ ਪਾਸੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਪੰਜਾਬ ਪੁਲਿਸ ਨੂੰ ਅਤਿ-ਆਧੁਨਿਕ ਤਕਨਾਲੋਜੀ ਨਾਲ ਲੈਸ ਕੀਤਾ ਗਿਆ ਹੈ ਅਤੇ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸੜਕ ਸੁਰੱਖਿਆ ਫੋਰਸ ਸਫ਼ਲਤਾਪੂਰਵਕ ਕੰਮ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਫੋਰਸ ਨੇ ਆਪਣੀ ਹੋਂਦ ਤੋਂ ਬਾਅਦ ਹੁਣ ਤੱਕ ਸੜਕ ਹਾਦਸਿਆਂ ਤੋਂ ਬਾਅਦ ਦੋ ਹਜ਼ਾਰ ਤੋਂ ਵੱਧ ਕੀਮਤੀ ਜਾਨਾਂ ਬਚਾਈਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਅਧਿਕਾਰੀਆਂ ਨੂੰ ਨਸ਼ਿਆਂ ਵਿਰੁੱਧ ਜੰਗ ਨੂੰ ਸੂਬੇ ਦੀ ਭਲਾਈ ਲਈ ਜਨਤਕ ਲਹਿਰ ਵਿੱਚ ਬਦਲਣ ਲਈ ਆਖਿਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਉਹ ਦਿਨ ਚਲੇ ਗਏ, ਜਦੋਂ ਸੂਬਾ ਸਰਕਾਰ ‘ਕਮਿਸ਼ਨ’ ਉਤੇ ਚੱਲਦੀ ਸੀ। ਹੁਣ ਤਾਂ ਸਰਕਾਰ ‘ਮਿਸ਼ਨ’ ਵਾਂਗ ਚੱਲ ਰਹੀ ਹੈ। ਇਸੇ ਤਰ੍ਹਾਂ ਸੂਬੇ ਵਿੱਚ ਸਮਗਲਿੰਗ ਲਈ ਡਰੋਨਾਂ ਦੀ ਵਰਤੋਂ ਕਰਨ ਵਾਲੇ ਸਮਗਲਰਾਂ, ਗੈਂਗਸਟਰਾਂ ਤੇ ਅਤਿਵਾਦੀਆਂ ਨਾਲ ਸਿੱਝਣ ਲਈ ਤਫ਼ਸੀਲ ਨਾਲ ਰਣਨੀਤੀ ਬਣਾਈ ਗਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨਸ਼ਿਆਂ ਵਿਰੁੱਧ ਦੇਸ਼ ਦੀ ਲੜਾਈ ਲੜ ਰਿਹਾ ਹੈ ਅਤੇ ਇਸ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਬਿਲਕੁੱਲ ਵੀ ਨਸ਼ਾ ਪੈਦਾ ਨਹੀਂ ਹੁੰਦਾ, ਸਗੋਂ ਹੋਰ ਸੂਬਿਆਂ ਤੇ ਸਰਹੱਦ ਪਾਰੋਂ ਨਸ਼ਾ ਸਮਗਲ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਅਧਿਕਾਰੀਆਂ ਨੂੰ ਥਾਣਿਆਂ ਵਿੱਚ ਰੋਜ਼ਾਨਾ ਦੇ ਕੰਮਕਾਜ ਲਈ ਆਉਣ ਵਾਲੇ ਲੋਕਾਂ ਨਾਲ ਸਤਿਕਾਰ ਨਾਲ ਪੇਸ਼ ਆਉਣ ਲਈ ਕਿਹਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਥਾਣਿਆਂ ਵਿੱਚ ਆਉਣ ਵਾਲੇ ਆਮ ਲੋਕਾਂ ਦੀ ਬੇਲੋੜੀ ਪ੍ਰੇਸ਼ਾਨੀ ਲਈ ਸਬੰਧਤ ਜ਼ਿਲ੍ਹੇ ਦੇ ਐਸ.ਐਸ.ਪੀਜ਼ ਨੂੰ ਜਵਾਬਦੇਹ ਬਣਾਇਆ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਪੁਲਿਸ ਅਧਿਕਾਰੀਆਂ ਨੂੰ ਵਿਧਾਇਕਾਂ ਤੇ ਹੋਰ ਚੁਣੇ ਹੋਏ ਨੁਮਾਇੰਦਿਆਂ ਨੂੰ ਬਣਦਾ ਮਾਣ-ਸਤਿਕਾਰ ਦੇਣ ਲਈ ਆਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਭ੍ਰਿਸ਼ਟਾਚਾਰ ਤੇ ਨਸ਼ਿਆਂ ਨਾਲ ਬਿਲਕੁੱਲ ਲਿਹਾਜ਼ ਨਾ ਵਰਤਣ ਦੀ ਰਣਨੀਤੀ ਅਪਣਾਈ ਹੈ ਅਤੇ ਇਸ ਕਾਰਜ ਵਿੱਚ ਕੋਈ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਘਿਨਾਉਣੇ ਅਪਰਾਧਾਂ ਵਿੱਚ ਚਾਹੇ ਕੋਈ ਵੀ ਸ਼ਾਮਲ ਕਿਉਂ ਨਾ ਹੋਵੇ, ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਨਸ਼ੇ ਵੇਚ ਕੇ ਸਾਡੀਆਂ ਪੀੜੀਆਂ ਦਾ ‘ਨਸਲਘਾਤ’ ਕਰਨ ਵਾਲੇ ਇਨ੍ਹਾਂ ਲੋਕਾਂ ਬਾਰੇ ਸੂਬਾ ਸਰਕਾਰ ਅੱਖਾਂ ਮੀਟ ਕੇ ਨਹੀਂ ਬੈਠ ਸਕਦੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਲੋਕਾਂ ਨੂੰ ਮਿਸਾਲੀ ਸਜ਼ਾ ਦਿਵਾਏਗੀ ਤਾਂ ਕਿ ਹੋਰ ਲੋਕਾਂ ਨੂੰ ਅਜਿਹੇ ਘਿਨਾਉਣੇ ਕਾਰਿਆਂ ਵਿੱਚ ਸ਼ਾਮਲ ਹੋਣੋਂ ਰੋਕਿਆ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਸੱਤਾ ਵਿੱਚ ਭਾਈਵਾਲ ਨਾ ਬਣਨ ਕਾਰਨ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨਿਰਾਸ਼ ਹਨ। ਉਨ੍ਹਾਂ ਕਿਹਾ ਕਿ ਇਸੇ ਨਿਰਾਸ਼ਾ ਕਾਰਨ ਸਾਬਕਾ ਸੰਸਦ ਮੈਂਬਰ ਵੱਲੋਂ ਸੂਬਾ ਸਰਕਾਰ ਖ਼ਿਲਾਫ਼ ਬੇਬੁਨਿਆਦ ਬਿਆਨ ਜਾਰੀ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਸਿਰਫ਼ ਆਪਣੇ ਨਿੱਜੀ ਸੁਆਰਥਾਂ ਦੀ ਚਿੰਤਾ ਹੈ, ਜਦੋਂ ਕਿ ਮੁੱਖ ਮੰਤਰੀ ਹੋਣ ਦੇ ਨਾਤੇ ਉਹ ਸੂਬੇ ਦੀ ਤਰੱਕੀ ਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਚਿੰਤਤ ਹਨ।

ਮੁੱਖ ਮੰਤਰੀ ਨੇ ਅਫ਼ਸੋਸ ਜ਼ਾਹਰ ਕੀਤਾ ਕਿ ਲੰਮੇ ਸਮੇਂ ਤੱਕ ਚੋਣ ਜ਼ਾਬਤਾ ਲਾਗੂ ਰਹਿਣ ਕਾਰਨ ਸੂਬੇ ਵਿੱਚ ਵਿਕਾਸ ਕੰਮਾਂ ਵਿੱਚ ਖੜੋਤ ਆਈ। ਉਨ੍ਹਾਂ ਕਿਹਾ ਕਿ ਸੂਬੇ ਦੇ ਸਮੁੱਚੇ ਵਿਕਾਸ ਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਸੂਬਾ ਸਰਕਾਰ ਵਚਨਬੱਧ ਹੈ ਅਤੇ ਲੋਕਾਂ ਦੀ ਭਲਾਈ ਲਈ ਸੂਬਾ ਸਰਕਾਰ ਮੁੜ ਹਰਕਤ ਵਿੱਚ ਆਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜ਼ਮੀਨੀ ਪੱਧਰ ਤੋਂ ਲੋਕਾਂ ਪਾਸੋਂ ਪ੍ਰਤੀਕਰਮ ਲੈ ਕੇ ਸੂਬਾ ਸਰਕਾਰ, ਲੋਕਾਂ ਦੀ ਭਲਾਈ ਲਈ ਵੱਖ-ਵੱਖ ਰਣਨੀਤੀਆਂ ਬਣਾ ਰਹੀ ਹੈ।

Chandigarh

ਮੰਡੀਆਂ ਵਿੱਚ ਝੋਨੇ ਦੀ ਆਮਦ 100 ਲੱਖ ਮੀਟਰਿਕ ਟਨ ਤੋਂ ਪਾਰ, 97 ਲੱਖ ਮੀਟਰਿਕ ਟਨ ਦੀ ਹੋਈ ਖਰੀਦ

Published

on

By

 

ਕਿਸਾਨਾਂ ਦੇ ਖਾਤਿਆਂ ਵਿੱਚ 21000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫ਼ਰ ਕੀਤੀ

ਚੰਡੀਗੜ੍ਹ, 29 ਅਕਤੂਬਰ (ਸ.ਬ.) ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ 100 ਲੱਖ ਮੀਟਰਿਕ ਟਨ ਦੇ ਅੰਕੜੇ ਨੂੰ ਪਾਰ ਕਰ ਗਈ ਹੈ, ਜਿਸ ਵਿੱਚੋਂ 97 ਐਲਐਮਟੀ ਤੋਂ ਵੱਧ ਫ਼ਸਲ ਦੀ ਖਰੀਦ ਕਰ ਲਈ ਗਈ ਹੈ।

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੰਡੀਆਂ ਵਿੱਚ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸੇ ਵੀ ਭਾਈਵਾਲ ਚਾਹੇ ਉਹ ਕਿਸਾਨ, ਕਮਿਸ਼ਨ ਏਜੰਟ (ਆੜ੍ਹਤੀਆ), ਮਜ਼ਦੂਰ ਹੋਵੇ, ਨੂੰ ਕੋਈ ਮੁਸ਼ਕਲ ਦਰਪੇਸ਼ ਨਾ ਆਵੇ। ਜਿੱਥੋਂ ਤੱਕ ਫ਼ਸਲ ਦੀ ਚੁਕਾਈ ਦਾ ਸਵਾਲ ਹੈ, ਖ਼ਰੀਦੀ ਗਈ ਫਸਲ ਵਿੱਚੋਂ 77 ਐਲਐਮਟੀ ਤੋਂ ਵੱਧ ਦੀ ਚੁਕਾਈ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਦੱਸਿਆ ਕਿ ਫ਼ਸਲ ਦੀ ਅਦਾਇਗੀ ਦੇ ਸਬੰਧ ਵਿੱਚ ਕਿਸਾਨਾਂ ਦੇ ਖਾਤਿਆਂ ਵਿੱਚ 21000 ਕਰੋੜ ਰੁਪਏ ਤੋਂ ਵੱਧ ਦੀ ਰਕਮ ਤਬਦੀਲ ਕਰ ਦਿੱਤੀ ਗਈ ਹੈ।

 

Continue Reading

Chandigarh

45 ਦਿਨ ਬੀਤ ਜਾਣ ਤੇ ਨਹੀਂ ਮਿਲਿਆ ਹੜ੍ਹ ਪੀੜਤਾਂ ਨੂੰ ਮੁਆਵਜ਼ਾ : ਸੁਭਾਸ਼ ਸ਼ਰਮਾ

Published

on

By

ਚੰਡੀਗੜ੍ਹ, 29 ਅਕਤੂਬਰ (ਸ.ਬ.) ਭਾਜਪਾ ਆਗੂ ਸੁਭਾਸ਼ ਸ਼ਰਮਾ ਨੇ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਹੜ੍ਹ ਪੀੜਤਾਂ ਲਈ 15 ਦਿਨਾਂ ਵਿੱਚ ਮੁਆਵਜ਼ਾ ਜਾਰੀ ਕਰੇ। ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਵੱਲੋਂ ਕੀਤੇ ਐਲਾਨ ਵਾਰ ਵਾਰ ਭੁੱਲ ਜਾਂਦੇ ਹਨ।

ਉਹਨਾਂ ਕਿਹਾ ਕਿ 12 ਸਤੰਬਰ ਨੂੰ ਮੁੱਖ ਮੰਤਰੀ ਭਵਨ ਵਿਖੇ ਇੱਕ ਵੱਡੀ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਵਲੋਂ ਐਲਾਨ ਕੀਤਾ ਗਿਆ ਸੀ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ 44 ਦਿਨਾਂ ਦੇ ਅੰਦਰ ਮੁਆਵਜ਼ਾ ਦਿੱਤਾ ਜਾਵੇਗਾ, ਜਿਸ ਵਿੱਚ ਫਸਲਾਂ ਦਾ ਨੁਕਸਾਨ, ਜਾਨਵਰਾਂ ਦੀ ਮੌਤ ਆਦਿ ਸ਼ਾਮਲ ਹਨ। ਉਹਨਾਂ ਕਿਹਾ ਕਿ 45 ਦਿਨ ਬੀਤ ਗਏ ਹਨ, ਪਰ ਕੁੱਝ ਨਹੀਂ ਹੋਇਆ।

ਉਹਨਾਂ ਕਿਹਾ ਕਿ ਹੜ੍ਹਾਂ ਦੌਰਾਨ ਲੋਕਾਂ ਦਾ ਭਾਰੀ ਨੁਕਸਾਨ ਹੋਇਆ ਹੈ ਅਤੇ ਕੁਝ ਲੋਕਾਂ ਨੂੰ ਹੀ ਮੁਆਵਜ਼ਾ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਮੀਡੀਆ ਰਿਪੋਰਟਾਂ ਅਨੁਸਾਰ, 500 ਕਰੋੜ ਰੁਪਏ ਵੰਡੇ ਗਏ ਹਨ ਪਰੰਤੂ ਲੋਕ ਲਗਾਤਾਰ ਕਹਿ ਰਹੇ ਹਨ ਕਿ ਮੁਆਵਜ਼ਾ ਨਹੀਂ ਦਿੱਤਾ ਗਿਆ ਹੈ ਨਾ ਹੀ ਕੋਈ ਘਰਾਂ ਦਾ ਸਰਵੇਖਣ ਕਰਨ ਲਈ ਗਿਆ ਹੈ।

ਉਹਨਾਂ ਕਿਹਾ ਕਿ 2023 ਵਿੱਚ ਵੀ ਐਲਾਨ ਕੀਤਾ ਗਿਆ ਸੀ ਕਿ ਬੱਕਰੀਆਂ ਅਤੇ ਮੁਰਗੀਆਂ ਦੇ ਨੁਕਸਾਨ ਲਈ ਮੁਆਵਜ਼ਾ ਦਿੱਤਾ ਜਾਵੇਗਾ, ਪਰ ਕੁਝ ਨਹੀਂ ਦਿੱਤਾ ਗਿਆ। ਉਹਨਾਂ ਕਿਹਾ ਕਿ ਹੋ ਸਕਦਾ ਹੈ ਕਿ ਸਰਕਾਰ ਕੁਝ ਦਿਨਾਂ ਬਾਅਦ ਵੱਡੇ-ਵੱਡੇ ਬੋਰਡ ਲਗਾ ਦੇਵੇ ਕਿ 45 ਦਿਨਾਂ ਵਿੱਚ ਮੁਆਵਜ਼ਾ ਦੇ ਦਿੱਤਾ ਗਿਆ।

Continue Reading

Chandigarh

ਮਨਿਸਟੀਰੀਅਲ ਸੇਵਾਵਾਂ ਕੇਡਰ ਦੇ ਸੇਵਾ ਨਿਯਮਾਂ ਵਿੱਚ ਇਕਸਾਰਤਾ ਲਈ ਅਫਸਰਜ਼ ਕਮੇਟੀ ਦੇ ਗਠਨ ਦੀ ਸਿਫਾਰਿਸ਼ ਕਰੇਗੀ ਕੈਬਨਿਟ ਸਬ-ਕਮੇਟੀ : ਹਰਪਾਲ ਸਿੰਘ ਚੀਮਾ

Published

on

By

5 ਕਰਮਚਾਰੀ ਯੂਨੀਅਨਾਂ ਨਾਲ ਕੀਤੀਆਂ ਮੀਟਿੰਗਾਂ, ਜਾਇਜ਼ ਮੰਗਾਂ ਦੇ ਹੱਲ ਦਾ ਦਿੱਤਾ ਭਰੋਸਾ

ਚੰਡੀਗੜ੍ਹ, 29 ਅਕਤੂਬਰ (ਸ.ਬ.) ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ (ਜੋ ਮੁਲਾਜ਼ਮਾਂ ਦੇ ਮੁੱਦਿਆਂ ਬਾਰੇ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ) ਨੇ ਅੱਜ ਇਥੇ ਕਿਹਾ ਕਿ ਕੈਬਨਿਟ ਸਬ ਕਮੇਟੀ ਵੱਖ ਵੱਖ ਵਿਭਾਗਾਂ ਵਿੱਚ ਮਨਿਸਟੀਰੀਅਲ ਸੇਵਾਵਾਂ ਕੇਡਰ ਲਈ ਇੱਕਸਾਰ ਸੇਵਾ ਨਿਯਮ ਬਣਾਉਣ ਦੀ ਸੰਭਾਵਨਾ ਦਾ ਅਧਿਐਨ ਕਰਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਅਫਸਰਜ਼ ਕਮੇਟੀ ਬਨਾਉਣ ਦੀ ਸਿਫਾਰਸ਼ ਕਰੇਗੀ ਤਾਂ ਜੋ ਇੰਨ੍ਹਾਂ ਮੁਲਾਜ਼ਮਾਂ ਦੀਆਂ ਸੇਵਾਵਾਂ ਦੇ ਮਾਹੌਲ ਵਿੱਚ ਇਕਸਾਰਤਾ ਲਿਆਉਣ ਦੇ ਨਾਲ ਨਾਲ ਕਿਸੇ ਵੀ ਤਰ੍ਹਾਂ ਦੇ ਮੌਜੂਦਾ ਵਖਰੇਵੇਂ ਨੂੰ ਦੂਰ ਕੀਤਾ ਜਾ ਸਕੇ।

ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਕਈ ਮੰਗਾਂ ਪਹਿਲਾਂ ਹੀ ਪ੍ਰਕਿਰਿਆ ਅਧੀਨ ਹਨ। ਉਨ੍ਹਾਂ ਜਵਾਬਦੇਹ ਅਤੇ ਪਾਰਦਰਸ਼ੀ ਸ਼ਾਸਨ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਯੂਨੀਅਨ ਦੀਆਂ ਹੋਰ ਜਾਇਜ਼ ਮੰਗਾਂ ਨੂੰ ਵੀ ਜਲਦੀ ਹੱਲ ਕੀਤਾ ਜਾਵੇਗਾ।

ਵਿੱਤ ਮੰਤਰੀ ਵੱਲੋਂ ਇਸ ਤੋਂ ਇਲਾਵਾ ਸਿੱਖਿਆ ਵਿਭਾਗ ਦੀਆਂ ਤਿੰਨ ਯੂਨੀਅਨਾਂ (ਜਿਨ੍ਹਾਂ ਵਿੱਚ ਮਾਸਟਰ ਕੇਡਰ ਯੂਨੀਅਨ, ਐਲੀਮੈਂਟਰੀ ਟੀਚਰਜ਼ ਯੂਨੀਅਨ ਅਤੇ ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਸ਼ਾਮਲ ਹਨ) ਨਾਲ ਵੀ ਮੀਟਿੰਗਾਂ ਕੀਤੀਆਂ ਗਈਆਂ। ਇਨ੍ਹਾਂ ਮੀਟਿੰਗਾਂ ਦੌਰਾਨ ਯੂਨੀਅਨਾਂ ਵੱਲੋਂ ਤਨਖਾਹ, ਤਰੱਕੀ ਅਤੇ ਛੁੱਟੀਆਂ ਦੀਆਂ ਸਹੂਲਤਾ ਵਰਗੇ ਮੁੱਦਿਆਂ ਤੇ ਚਰਚਾ ਕੀਤੀ ਗਈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਪ੍ਰਕ੍ਰਿਆ ਅਧੀਨ ਮੁੱਦਿਆਂ ਨੂੰ ਹੱਲ ਕਰਨ ਵਿੱਚ ਤੇਜੀ ਲਿਆਉਣ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਹੋਰ ਜਾਇਜ਼ ਮੁੱਦਿਆਂ ਨੂੰ ਹੱਲ ਕਰਨ ਲਈ ਯੂਨੀਅਨ ਆਗੂਆਂ ਨਾਲ ਨਿਯਮਤ ਮੀਟਿੰਗਾਂ ਕਰਨ।

ਵਿੱਤ ਮੰਤਰੀ ਨੇ ਪੰਜਾਬ ਪੁਲੀਸ ਕੋਰੋਨਾ ਵਾਰੀਅਰਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਮੁੱਦਿਆਂ ਨੂੰ ਵਿਸਥਾਰ ਨਾਲ ਸੁਣਦਿਆਂ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਜਾਇਜ਼ ਸ਼ਿਕਾਇਤਾਂ ਨੂੰ ਦੂਰ ਕਰਨ ਅਤੇ ਨਿਰਪੱਖਤਾ, ਸਤਿਕਾਰ ਅਤੇ ਜਵਾਬਦੇਹੀ ਤੇ ਅਧਾਰਤ ਕੰਮਕਾਜ ਦੇ ਵਾਤਾਵਰਣ ਨੂੰ ਉਤਸ਼ਾਹਿਤ ਕਰਨ ਦੇ ਆਪਣੇ ਸੰਕਲਪ ਤੇ ਕਾਇਮ ਹੈ।

ਮੀਟਿੰਗਾਂ ਵਿੱਚ ਮੌਜੂਦ ਯੂਨੀਅਨ ਆਗੂਆਂ ਵਿੱਚ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਤੋਂ ਗੁਰਨਾਮ ਸਿੰਘ ਵਿਰਕ, ਤਰਸੇਮ ਭੱਠਲ ਅਤੇ ਅਨਿਰੁਧ ਮੋਦਗੁਲ, ਮਾਸਟਰ ਕੇਡਰ ਯੂਨੀਅਨ ਤੋਂ ਬਲਜਿੰਦਰ ਸਿੰਘ ਧਾਲੀਵਾਲ, ਗੁਰਮੀਤ ਸਿੰਘ ਭੁੱਲਰ, ਦਲਜੀਤ ਸਿੰਘ ਸਭਰਵਾਲ ਅਤੇ ਅਮਰਬੀਰ ਸਿੰਘ, ਐਲੀਮੈਂਟਰੀ ਟੀਚਰਜ਼ ਯੂਨੀਅਨ ਤੋਂ ਹਰਜਿੰਦਰਪਾਲ ਸਿੰਘ ਪੰਨੂ, ਸਤਬੀਰ ਸਿੰਘ ਰੌਣੀ, ਹਰਕ੍ਰਿਸ਼ਨ ਸਿੰਘ ਮੁਹਾਲੀ ਅਤੇ ਗੁਰਿੰਦਰ ਸਿੰਘ ਘੁੱਲੇਵਾਲੀ ਮੁੜ੍ਹ ਬਹਿਲ ਕੱਚੇ ਆਧਿਆਪਕ ਯੂਨੀਅਨ ਤੋਂ ਵਿਕਾਸ ਸਾਹਨੀ, ਲਖਵਿੰਦਰ ਕੌਰ, ਅਮਨਦੀਪ ਕੌਰ ਅਤੇ ਪੰਜਾਬ ਪੁਲੀਸ ਕਰੋਨਾ ਵਾਰੀਅਰਜ਼ ਯੂਨੀਅਨ ਤੋਂ ਅਮਰਜੀਤ ਸਿੰਘ, ਗੁਰਬਾਜ ਸਿੰਘ, ਪਵਨਬੀਰ ਸਿੰਘ ਅਤੇ ਜਗਰੂਪ ਸਿੰਘ ਸ਼ਾਮਲ ਸਨ।

Continue Reading

Latest News

Trending