Connect with us

Mohali

ਦੇਸ਼ ਨੂੰ ਵਿਸ਼ਵ ਗੁਰੂ ਬਣਾਉਣ ਲਈ ਰਾਸ਼ਟਰੀ ਏਕਤਾ ਦਾ ਸੰਕਲਪ ਲਾਜ਼ਮੀ : ਬਨਵਾਰੀ ਲਾਲ ਪ੍ਰੋਹਿਤ

Published

on

 

ਬਾਲ ਭਲਾਈ ਕੌਂਸਲ ਪੰਜਾਬ ਵੱਲੋਂ ਲਗਾਏ ਜਾ ਰਹੇ 39ਵੇਂ ਨੈਸ਼ਨਲ ਲਰਨ ਟੂ ਲਿਵ ਟੂਗੈਦਰ ਕੈਂਪ ਦਾ ਉਦਘਾਟਨ ਕੀਤਾ

ਐਸ.ਏ.ਐਸ. ਨਗਰ, 24 ਜੂਨ (ਸ.ਬ.) ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪ੍ਰੋਹਿਤ ਨੇ ਕਿਹਾ ਹੈ ਕਿ ਦੇਸ਼ ਨੂੰ ਵਿਸ਼ਵ ਗੁਰੂ ਬਣਾਉਣ ਲਈ ਰਾਸ਼ਟਰੀ ਏਕਤਾ ਦਾ ਸੰਕਲਪ ਲਾਜ਼ਮੀ ਹੈ। ਸ਼ਿਵਾਲਿਕ ਪਬਲਿਕ ਸਕੂਲ, ਫੇਜ਼-6 ਵਿਖੇ ਬਾਲ ਭਲਾਈ ਕੌਂਸਲ, ਪੰਜਾਬ, ਵੱਲੋਂ 24 ਜੂਨ ਤੋਂ 29 ਜੂਨ ਤਕ ਲਾਏ ਜਾ ਰਹੇ 39ਵੇਂ ‘ਨੈਸ਼ਨਲ ਲਰਨ ਟੂ ਲਿਵ ਟੂਗੈਦਰ ਕੈਂਪ’ ਦਾ ਉਦਘਾਟਨ ਕਰਨ ਮੌਕੇ ਸੰਬੋਧਨ ਕਰਦਿਆਂ ਸ੍ਰੀ ਪ੍ਰੋਹਿਤ ਨੇ ਕਿਹਾ ਕਿ ਇਸ ਕੈਂਪ ਦਾ ਉਦੇਸ਼ ਬਹੁਤ ਮਹਾਨ ਹੈ, ਜਿਹੜਾ ਰਾਸ਼ਟਰੀ ਏਕਤਾ ਦੇ ਸੰਕਲਪ ਨੂੰ ਮਜ਼ਬੂਤ ਕਰਦਾ ਹੈ।

ਉਨ੍ਹਾਂ ਕਿਹਾ ਕਿ ਭਾਰਤ ਦਾ ਸੱਭਿਆਚਾਰ ਸਦੀਆਂ ਪੁਰਾਣਾ ਹੈ, ਜਿਸ ਦਾ ਅਧਾਰ ਪੂਰੇ ਵਿਸ਼ਵ ਨੂੰ ਇਕ ਭਾਈਚਾਰਾ ਮੰਨਣ ਦੇ ਸਿਧਾਂਤ ਉੱਤੇ ਟਿਕਿਆ ਹੈ। ਉਹਨਾਂ ਕਿਹਾ ਕਿ ਸਮਾਜ ਵਿੱਚ ਕੋਈ ਵੀ ਵੱਡਾ ਤੇ ਕੋਈ ਵੀ ਛੋਟਾ ਨਹੀਂ ਹੈ ਅਤੇ ਵਿਦਿਆਰਥੀਆਂ ਵਿੱਚ ਇਹ ਭਾਵਨਾ ਪੈਦਾ ਕਰਨੀ ਵੀ ਲਾਜ਼ਮੀ ਹੈ। ਭਾਰਤੀ ਪੁਰਾਣਕਿਤਾ ਦੇ ਹਵਾਲੇ ਦਿੰਦਿਆਂ ਉਹਨਾਂ ਕਿਹਾ ਕਿ ਭਾਰਤ ਵਿਚ ਕਦੇ ਵੀ ਕੋਈ ਭੇਦਭਾਵ ਨਹੀਂ ਸੀ ਤੇ ਹੋਣਾ ਵੀ ਨਹੀਂ ਚਾਹੀਦਾ। ਉਹਨਾਂ ਕਿਹਾ ਕਿ ਗੰਗਾ ਪਹਾੜਾਂ ਵਿੱਚੋਂ ਨਿਕਲਦੀ ਹੈ ਤੇ ਬਿਨਾਂ ਕਿਸੇ ਸੱਭਿਆਚਾਰ ਅਤੇ ਧਾਰਮਿਕ ਵਖਰੇਵੇਂ ਤੋਂ ਸਭ ਦੀ ਪਿਆਸ ਬੁਝਾਉਂਦੀ ਹੈ। ਇਸੇ ਨੂੰ ਮੁੱਖ ਰੱਖਦਿਆਂ ‘ਇਕ ਭਾਰਤ ਸ੍ਰੇਸ਼ਟ ਭਾਰਤ’ ਦਾ ਨਾਅਰਾ ਦਿੱਤਾ ਗਿਆ ਹੈ।

ਇਸ ਤੋਂ ਪਹਿਲਾਂ ਚੇਅਰਪਰਸਨ ਬਾਲ ਭਲਾਈ ਕੌਂਸਲ, ਸ਼੍ਰੀਮਤੀ ਪ੍ਰਾਜਕਤਾ ਅਵਾਢ ਨੇ ਮਹਿਮਾਨਾਂ ਦਾ ਰਸਮੀ ਸਵਾਗਤ ਕੀਤਾ। ਉਹਨਾਂ ਨੇ ਦੱਸਿਆ ਕਿ ਇਸ ਕੈਂਪ ਵਿੱਚ 10 ਤੋਂ 14 ਸਾਲ ਦੇ 16 ਸੂਬਿਆਂ ਦੇ ਬੱਚੇ ਹਿੱਸਾ ਲੈ ਰਹੇ ਹਨ। ਉਹਨਾਂ ਕਿਹਾ ਕਿ ਇਸ ਕੈਂਪ ਵਿੱਚ ਵੱਖੋ-ਵੱਖ ਸੱਭਿਆਚਾਰਾਂ ਦੇ ਬੱਚਿਆਂ ਨੂੰ ਇਕੱਠੇ ਰਹਿ ਕੇ ਇਕ ਦੂਸਰੇ ਨੂੰ ਜਾਣਨ ਦਾ ਮੌਕਾ ਮਿਲੇਗਾ। ਇਸ ਨਾਲ ਅਨੇਕਤਾ ਵਿੱਚ ਏਕਤਾ ਦੇ ਸਿਧਾਂਤ ਨੂੰ ਬਲ ਮਿਲਦਾ ਹੈ।

ਬਾਲ ਭਲਾਈ ਕੌਂਸਲ ਦੀ ਸਕੱਤਰ ਡਾ. ਪ੍ਰੀਤਮ ਸੰਧੂ ਨੇ ਕੈਂਪ ਦੇ ਉਦੇਸ਼ ਬਾਬਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਂਪ ਦੌਰਾਨ ਅਕਾਦਮਿਕ ਸੈਸ਼ਨ, ਇਨਡੋਰ ਖੇਡਾਂ, ਸੈਰ ਸਪਾਟਾ, ਥੀਏਟਰ, ਯੋਗਾ, ਬੱਚਿਆਂ ਦੇ ਸ਼ੋਸ਼ਣ ਤੋਂ ਬਚਾਅ ਬਾਰੇ ਜਾਗਰੂਕ ਕਰਨ ਸਮੇਤ ਵੱਖੋ ਵੱਖ ਗਤੀਵਿਧੀਆਂ ਕੀਤੀਆਂ ਜਾਣਗੀਆਂ। ਪਹਿਲੀਆਂ ਤਿੰਨ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਬੱਚਿਆਂ ਦੀ ਬਿਹਤਰੀ ਲਈ ਵੱਖੋ-ਵੱਖ ਖੇਤਰਾਂ ਵਿਚ ਯੋਗਦਾਨ ਪਾਉਣ ਵਾਲੀਆਂ ਸ਼ਖਸ਼ੀਅਤਾਂ ਦਾ ਸਨਮਾਨ ਕੀਤਾ ਗਿਆ, ਜਿਨ੍ਹਾਂ ਵਿੱਚ ਗੁਰਦੀਪ ਸ਼ਰਮਾ, ਜਸਕੰਵਲਜੀਤ ਕੌਰ, ਡਾ. ਰਵਿੰਦਰ ਸਿੰਘ, ਅਨਿਲ ਸਿੱਧੂ, ਪ੍ਰਵੇਸ਼ ਕੁਮਾਰ, ਮਹਿੰਦਰ ਤੁਲ, ਕੁਲਵਿੰਦਰ ਸਿੰਘ, ਗੁਰਦੀਪ ਧੀਮਾਨ, ਅਭਿਸ਼ੇਕ ਸ਼ਰਮਾ, ਮਿਸ ਰਿੰਪੀ, ਅਨੂਪਕਿਰਨ ਕੌਰ ਦੇ ਨਾਮ ਸ਼ਾਮਿਲ ਹਨ। ਇਸ ਮੌਕੇ ਜਲ ਸਪਲਾਈ ਤੇ ਸੈਨੀਟੇਸ਼ਨ, ਪੰਜਾਬ ਦੇ ਪ੍ਰਮੁੱਖ ਸਕੱਤਰ ਨੀਲਕੰਠ ਅਵਾਢ ਅਤੇ ਐਸ.ਏ.ਐਸ. ਨਗਰ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਵਿਰਾਜ ਸ਼ਿਆਮਕਰਣ ਤਿੜਕੇ ਦਾ ਵੀ ਉੱਚੇਚੇ ਤੌਰ ਉੱਤੇ ਸਨਮਾਨ ਕੀਤਾ ਗਿਆ। ਇਸ ਮੌਕੇ ਐਸ ਡੀ ਐਮ ਮੁਹਾਲੀ ਸ਼੍ਰੀ ਦੀਪਾਂਕਰ ਗਰਗ, ਖਜ਼ਾਨਚੀ ਬਾਲ ਭਲਾਈ ਕੌਂਸਲ, ਰਤਿੰਦਰ ਬਰਾੜ ਵੀ ਹਾਜ਼ਰ ਸਨ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending