Punjab
ਘਨੌਰ ਦੇ ਪਿੰਡ ਚਤਰ ਨਗਰ ਵਿੱਚ ਜ਼ਮੀਨ ਪਿੱਛੇ ਹੋਈ ਖੂਨੀ ਝੜਪ
ਦੋ ਧਿਰਾਂ ਵਿੱਚ ਚੱਲੀਆਂ ਗੋਲੀਆਂ, ਪਿਓ-ਪੁੱਤ ਸਣੇ 3 ਵਿਅਕਤੀਆਂ ਦੀ ਮੌਤ
ਘਨੌਰ, 26 ਜੂਨ (ਅਭਿਸ਼ੇਕ ਸੂਦ) ਘਨੌਰ ਦੇ ਪਿੰਡ ਚਤਰ ਨਗਰ ਵਿੱਚ ਜ਼ਮੀਨ ਦੇ ਟੱਕ ਨੂੰ ਲੈ ਕੇ ਹੋਈ ਖੂਨੀ ਝੜਪ ਦੌਰਾਨ ਇੱਕ ਧਿਰ ਨੇ ਦੂਜੇ ਪਾਸੇ ਗੋਲੀਆਂ ਚਲਾ ਦਿੱਤੀਆਂ, ਜਿਸ ਵਿੱਚ ਇੱਕ ਧਿਰ ਦੇ ਪਿਓ-ਪੁੱਤ ਅਤੇ ਦੂਜੀ ਧਿਰ ਦੇ ਇੱਕ ਵਿਅਕਤੀ ਸਮੇਤ 3 ਵਿਅਕਤੀਆਂ ਦੀ ਮੌਤ ਹੋ ਗਈ। ਇਸ ਦੌਰਾਨ ਕਈ ਲੋਕ ਗੰਭੀਰ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਦਾਖਲ ਕਰਵਾਇਆ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਦੀ ਜਮੀਨ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਝਗੜਾ ਚੱਲ ਰਿਹਾ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਦੋਵਾਂ ਧਿਰਾਂ ਵਿਚਕਾਰ ਕਰੀਬ 30 ਏਕੜ ਜ਼ਮੀਨ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ। ਦੋਵਾਂ ਧਿਰਾਂ ਨੇ ਅੱਜ ਗੱਲਬਾਤ ਲਈ ਸਮਾਂ ਰੱਖਿਆ ਸੀ। ਇਸ ਸੰਬੰਧੀ ਇੱਕ ਪਾਸੇ ਤੋਂ ਪਟਿਆਲਾ ਦੇ ਪਿੰਡ ਨੌਗਾਵਾਂ ਦਾ ਰਹਿਣ ਵਾਲਾ ਦਿਲਬਾਗ ਸਿੰਘ ਅਤੇ ਉਸ ਦਾ ਲੜਕਾ ਜਸਵਿੰਦਰ ਸਿੰਘ ਪਿੰਡ ਜੱਸੀ, ਚਤਰ ਨਗਰ ਪੁੱਜੇ ਸਨ। ਦੂਜੇ ਪਾਸੇ ਤੋਂ ਸਤਵਿੰਦਰ ਸਿੰਘ, ਹਰਜਿੰਦਰ ਸਿੰਘ ਅਤੇ ਹਰਪ੍ਰੀਤ ਸਿੰਘ ਵਾਸੀ ਚਤਰ ਨਗਰ ਮੌਜੂਦ ਸਨ।
ਦੋਵਾਂ ਧਿਰਾਂ ਵਿਚਾਲੇ ਗੱਲਬਾਤ ਦੌਰਾਨ ਹੋਈ ਤਕਰਾਰ ਤੋਂ ਬਾਅਦ ਦੋਵਾਂ ਧਿਰਾਂ ਵਿੱਚ ਲੜਾਈ ਹੋ ਗਈ। ਮਾਮਲਾ ਇਸ ਹੱਦ ਤੱਕ ਵੱਧ ਗਿਆ ਕਿ ਇੱਕ ਧਿਰ ਨੇ ਗੋਲੀਆਂ ਚਲਾ ਦਿੱਤੀਆਂ, ਜਿਸ ਵਿੱਚ ਦਿਲਬਾਗ ਸਿੰਘ ਅਤੇ ਉਸ ਦੇ ਪੁੱਤਰ ਜਸਵਿੰਦਰ ਦੀ ਮੌਤ ਹੋ ਗਈ। ਇਸ ਦੌਰਾਨ ਗੋਲੀ ਚਲਾਉਣ ਵਾਲੀ ਧਿਰ ਦੇ ਇੱਕ ਵਿਅਕਤੀ ਸਤਵਿੰਦਰ ਸਿੰਘ ਦੀ ਵੀ ਮੌਤ ਹੋ ਗਈ ਜਦੋਂਕਿ ਉਸ ਦੇ ਸਾਥੀ ਹਰਪ੍ਰੀਤ ਸਿੰਘ ਅਤੇ ਹਰਜਿੰਦਰ ਸਿੰਘ ਨੂੰ ਗੋਲੀਆਂ ਲੱਗਣ ਕਾਰਨ ਰਾਜਿੰਦਰਾ ਹਸਪਤਾਲ ਲਿਜਾਇਆ ਗਿਆ। ਮ੍ਰਿਤਕਾਂ ਦੀਆਂ ਲਾਸ਼ਾਂ ਖੇਤਾਂ ਵਿੱਚ ਪਈਆਂ ਸਨ।
ਝੜਪ ਦੀ ਸੂਚਨਾ ਮਿਲਦਿਆਂ ਹੀ ਘਨੌਰ ਦੇ ਡੀ ਐਸ ਪੀ ਬੂਟਾ ਸਿੰਘ ਅਤੇ ਥਾਣਾ ਸ਼ੰਭੂ ਦੇ ਐਸ ਐਚ ਓ ਅਮਨਪਾਲ ਸਿੰਘ ਵਿਰਕ ਭਾਰੀ ਪੁਲੀਸ ਫੋਰਸ ਨਾਲ ਮੌਕੇ ਤੇ ਪੁੱਜੇ। ਪੁਲੀਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ। ਦੋਸ਼ੀਆਂ ਦੀ ਭਾਲ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ।
Mohali
ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।
ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।
ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।
Chandigarh
ਦੂਜੇ ਸੂਬਿਆਂ ਅਤੇ ਵਿਦੇਸ਼ਾਂ ਵਿੱਚ ਲੁਕੇ ਗੈਂਗਸਟਰਾਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਲਈ ਵਚਨਬੱਧ ਹੈ ਪੰਜਾਬ ਪੁਲੀਸ : ਗੌਰਵ ਯਾਦਵ
ਪੰਜਾਬ ਸਰਕਾਰ ਨੇ ਗੌਰਵ ਯਾਦਵ ਨੂੰ ਬਣਾਇਆ ਸੂਬੇ ਦਾ ਰੈਗੂਲਰ ਡੀ ਜੀ ਪੀ
ਚੰਡੀਗੜ੍ਹ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਨੇ 1992 ਬੈਚ ਦੇ ਆਈ ਪੀ ਐਸ ਅਧਿਕਾਰੀ ਗੌਰਵ ਯਾਦਵ ਨੂੰ ਰੈਗੂਲਰ ਡੀ ਜੀ ਪੀ ਵਜੋਂ ਨਿਯੁਕਤ ਕਰ ਦਿੱਤਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇਸ ਮਾਮਲੇ ਤੇ 13 ਅਕਤੂਬਰ ਨੂੰ ਸੁਣਵਾਈ ਹੋਣੀ ਹੈ ਅਤੇ ਉਸ ਤੋਂ ਪਹਿਲਾਂ ਹੀ ਅੱਜ ਪੰਜਾਬ ਸਰਕਾਰ ਨੇ ਅੱਜ ਗੌਰਵ ਯਾਦਵ ਨੂੰ ਰੈਗੂਲਰ ਡੀ ਜੀ ਪੀ ਵਜੋਂ ਨਿਯੁਕਤ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ।
ਅਹੁਦਾ ਸੰਭਾਲਣ ਤੋਂ ਬਾਅਦ ਡੀ ਜੀ ਪੀ ਗੌਰਵ ਯਾਦਵ ਨੇ ਕਿਹਾ ਕਿ ਗੈਂਗਸਟਰਾਂ ਤੇ ਸਮਾਜ ਵਿਰੋਧੀ ਅਨਸਰਾਂ ਲਈ ਸੂਬੇ ਵਿੱਚ ਕੋਈ ਥਾਂ ਨਹੀਂ ਹੈ। ਉਹ ਦੇਸ਼ ਦੇ ਕਿਸੇ ਵੀ ਹਿੱਸੇ ਜਾਂ ਵਿਦੇਸ਼ ਵਿੱਚ ਲੁਕੇ ਹੋਣ, ਪੰਜਾਬ ਪੁਲੀਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਕੇ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣਾ ਪੁਲੀਸ ਦੀ ਤਰਜੀਹ ਹੈ। ਦੇਸ਼ ਵਿਰੋਧੀ ਅਨਸਰਾਂ ਨੂੰ ਆਪਣੇ ਮਨਸੂਬਿਆਂ ਵਿੱਚ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਗੈਂਗਸਟਰਾਂ ਅਤੇ ਉਨ੍ਹਾਂ ਦੇ ਨੈਟਵਰਕ ਵਿਰੁੱਧ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ। ਪੁਲੀਸ ਸੰਗਠਿਤ ਅਪਰਾਧ ਨੂੰ ਖ਼ਤਮ ਕਰਨ ਅਤੇ ਨਸ਼ਾ ਤਸਕਰੀ ਦੇ ਨੈਟਵਰਕ ਨੂੰ ਤੋੜਨ ਲਈ ਲਗਾਤਾਰ ਕਾਰਵਾਈ ਕਰ ਰਹੀ ਹੈ।
ਆਈ ਪੀ ਐਸ ਅਧਿਕਾਰੀ ਗੌਰਵ ਯਾਦਵ ਜੁਲਾਈ 2022 ਤੋਂ ਕਾਰਜਕਾਰੀ ਡੀਜੀਪੀ ਵਜੋਂ ਸੇਵਾਵਾਂ ਨਿਭਾ ਰਹੇ ਹਨ। ਪੰਜਾਬ ਪੁਲੀਸ ਦੇ ਮੁਖੀ ਵਜੋਂ ਨਿਯੁਕਤੀ ਲਈ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਸੂਚੀਬੱਧ ਕੀਤੇ ਗਏ ਤਿੰਨ ਅਧਿਕਾਰੀਆਂ ਵਿੱਚ ਉਨ੍ਹਾਂ ਦਾ ਨਾਂ ਸ਼ਾਮਲ ਹੈ ਜਦੋਂ ਕਿ ਇਸ ਪੈਨਲ ਵਿੱਚ ਦੋ ਅਧਿਕਾਰੀ ਸ਼ਰਦ ਸੱਤਿਆ ਚੌਹਾਨ ਅਤੇ ਹਰਪ੍ਰੀਤ ਸਿੰਘ ਸਿੱਧੂ ਸ਼ਾਮਲ ਹਨ। ਪੈਨਲ ਮਿਲਣ ਤੋਂ ਬਾਅਦ ਜੁਲਾਈ ਮਹੀਨੇ ਤੋਂ ਰੈਗੂਲਰ ਡੀ ਜੀ ਪੀ ਦੀ ਨਿਯੁਕਤੀ ਲਟਕੀ ਹੋਈ ਸੀ।
ਇਸ ਸੰਬੰਧੀ ਐਡਵੋਕੇਟ ਨਿਖਿਲ ਥਮਨ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਪੰਜਾਬ ਵਿੱਚ ਲੰਮੇ ਸਮੇਂ ਤੋਂ ਕਾਰਜਕਾਰੀ ਡੀ ਜੀ ਪੀ ਹੋਣ ਦੀ ਵਿਵਸਥਾ ਨੂੰ ਚੁਣੌਤੀ ਦਿੱਤੀ ਸੀ। ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਡਿਵੀਜ਼ਨ ਬੈਂਚ ਨੇ ਪਹਿਲੀ ਅਕਤੂਬਰ ਨੂੰ ਪੰਜਾਬ ਸਰਕਾਰ ਨੂੰ ਰੈਗੂਲਰ ਡੀਜੀਪੀ ਦੀ ਨਿਯੁਕਤੀ ਬਾਰੇ ਢੁਕਵਾਂ ਫ਼ੈਸਲਾ ਲੈਣ ਦੇ ਆਦੇਸ਼ ਦਿੱਤੇ ਸਨ। ਹਾਈ ਕੋਰਟ ਨੇ ਮੁੱਖ ਸਕੱਤਰ ਕੇ. ਏ. ਪੀ. ਸਿਨਹਾ ਨੂੰ 13 ਅਕਤੂਬਰ ਨੂੰ ਹੋਣ ਵਾਲੀ ਅਗਲੀ ਸੁਣਵਾਈ ਤੱਕ ਅਦਾਲਤ ਵਿੱਚ ਇਸ ਸਬੰਧੀ ਪਾਲਣਾ ਸਬੰਧੀ ਹਲਫ਼ਨਾਮਾ ਪੇਸ਼ ਕਰਨ ਦੀ ਹਦਾਇਤ ਕੀਤੀ ਸੀ। ਜਿਕਰਯੋਗ ਹੈ ਕਿ ਗੌਰਵ ਯਾਦਵ ਜੁਲਾਈ 2022 ਤੋਂ ਬਤੌਰ ਕਾਰਜਕਾਰੀ ਡੀਜੀਪੀ ਕੰਮ ਕਰ ਰਹੇ ਹਨ। ਉਨ੍ਹਾਂ ਦੀ ਸੇਵਾਮੁਕਤੀ 30 ਅਪਰੈਲ 2029 ਨੂੰ ਹੋਣੀ ਹੈ।
Mohali
ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ
ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।
ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।
ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।
-
National2 months agoਹਸਪਤਾਲ ਵਿੱਚ ਵੈਂਟੀਲੇਟਰ ਫਟਣ ਕਾਰਨ ਲੱਗੀ ਅੱਗ ਵਿੱਚ 3 ਨਵਜੰਮੇ ਬੱਚਿਆਂ ਦੀ ਮੌਤ
-
International4 weeks ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International1 month agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
Mohali2 months agoਬੂਥ ਮਾਰਕੀਟ ਐਸੋਸੀਏਸ਼ਨ ਫੇਜ਼ 2 ਮੁਹਾਲੀ ਦਾ ਵਫਦ ਮੇਅਰ ਸਰਬਜੀਤ ਸਿੰਘ ਸਮਾਣਾ ਨੂੰ ਮਿਲਿਆ
-
International1 month agoਨੇਪਾਲ ਵਿੱਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 210 ਹੋਈ, ਕਈ ਲਾਪਤਾ
-
International1 month agoਤਿੱਬਤ ਤੋਂ ਆਏ ਹੜ੍ਹ ਕਾਰਨ ਨੇਪਾਲ ਵਿੱਚ ਭਾਰੀ ਤਬਾਹੀ, ਦਰਜਨਾਂ ਪਿੰਡ ਤਬਾਹ
-
International2 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
International3 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
