Mohali
ਮਜ਼ਦੂਰਾਂ ਦੀਆਂ ਦੁੱਖ-ਤਕਲੀਫ਼ਾਂ ਦੂਰ ਕਰੇ ਸਰਕਾਰ : ਧਨੋਆ
ਮਜ਼ਦੂਰਾਂ ਲਈ ਪੱਕੇ ਲੇਬਰ ਚੌਂਕ ਬਣਾ ਕੇ ਪੱਕੇ ਸ਼ੈੱਡ, ਬਾਥਰੂਮ, ਸਾਫ ਪਾਣੀ ਅਤੇ ਹੋਰ ਸਹੂਲਤਾਂ ਮੁਹਈਆ ਕਰਵਾਉਣ ਦੀ ਮੰਗ
ਐਸ ਏ ਐਸ ਨਗਰ, 4 ਜੁਲਾਈ (ਸ.ਬ.) ਪੰਜਾਬੀ ਵਿਰਸਾ ਸਭਿਆਚਾਰਕ ਅਤੇ ਵੈਲਫ਼ੇਅਰ ਸੁਸਾਇਟੀ ਦੇ ਪ੍ਰਧਾਨ ਸਤਵੀਰ ਸਿੰਘ ਧਨੋਆ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸ਼ਹਿਰ ਵਿੱਚ ਦਿਹਾੜੀ ਦਾ ਕੰਮ ਕਰਦੇ ਮਜ਼ਦੂਰਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹਲ ਲਈ ਕਦਮ ਚੁੱਕੇ ਜਾਣ। ਸ਼ਹਿਰ ਵਿੱਚ ਵੱਖ ਵੱਖ ਥਾਵਾਂ ਤੇ ਦਿਹਾੜੀ ਕਰਨ ਲਈ ਇਕੱਠੇ ਹੁੰਦੇ ਮਜਦੂਰਾਂ ਦੀਆਂ ਸਮੱਸਿਆਵਾਂ ਸੁਣਨ ਲਈ ਉਹਨਾਂ ਕੋਲ ਪਹੁੰਚੇ ਸz. ਧਨੋਆ ਨੇ ਕਿਹਾ ਕਿ ਸਰਕਾਰ ਨੂੰ ਮਜ਼ਦੂਰਾਂ ਦੀਆਂ ਦੁੱਖ-ਤਕਲੀਫ਼ਾਂ ਦੂਰ ਕਰਨ ਲਈ ਪੱਕੇ ਪੱਕੇ ਲੇਬਰ ਚੌਂਕ ਬਣਾ ਕੇ ਉੱਥੇ ਪੱਕੇ ਸ਼ੈੱਡ, ਬਾਥਰੂਮ, ਸਾਫ ਪਾਣੀ ਅਤੇ ਹੋਰ ਸਹੂਲਤਾਂ ਮੁਹਈਆ ਕਰਵਾਉਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਹਰ ਰੋਜ਼ ਸਵੇਰੇ ਆਰਜੀ ਲੇਬਰ ਚੌਕਾਂ ਤੇ ਭਾਰੀ ਗਿਣਤੀ ਵਿਚ ਮਜ਼ਦੂਰ ਆਉਂਦੇ ਹਨ ਜਿਨ੍ਹਾਂ ਵਿਚੋਂ ਕਈਆਂ ਨੂੰ ਕੰਮ ਮਿਲ ਜਾਂਦਾ ਹੈ ਜਦੋਂਕਿ ਕਈ ਸਾਰਾ-ਸਾਰਾ ਦਿਨ ਮਜ਼ਦੂਰੀ ਦੀ ਭਾਲ ਵਿਚ ਖੜੇ ਰਹਿੰਦੇ ਹਨ ਤੇ ਆਖ਼ਰ ਨਿਰਾਸ਼ ਹੋ ਕੇ ਘਰਾਂ ਨੂੰ ਪਰਤ ਜਾਂਦੇ ਹਨ।
ਸਾਬਕਾ ਕੌਂਸਲਰ ਸ. ਧਨੋਆ ਨੇ ਕਿਹਾ ਕਿ ਮਜ਼ਦੂਰਾਂ ਨੂੰ ਕੰਮ ਦੀ ਭਾਲ ਕਰਦਿਆਂ ਅਤੇ ਗ਼ਰੀਬੀ ਨਾਲ ਦੋ-ਚਾਰ ਹੁੰਦਿਆਂ ਅਨੇਕਾਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਪਰ ਕਿਸੇ ਵੀ ਸਰਕਾਰ ਨੇ ਇਨ੍ਹਾਂ ਦੀਆਂ ਸਮੱਸਿਆਵਾਂ ਅਤੇ ਤਕਲੀਫ਼ਾਂ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ। ਉਹਨਾਂ ਕਿਹਾ ਕਿ ਸ਼ਹਿਰ ਵਿਚ ਲਗਭਗ ਪੰਜ ਥਾਵਾਂ ਤੇ ਹਜ਼ਾਰਾਂ ਦੀ ਗਿਣਤੀ ਮਜ਼ਦੂਰ ਰੋਜ਼ਾਨਾ ਆਰਜ਼ੀ ਰੁਜ਼ਗਾਰ ਲਈ ਆਉਂਦੇ ਹਨ ਜਿੱਥੇ ਮਜ਼ਦੂਰਾਂ ਨੂੰ ਗਰਮੀ, ਸਰਦੀ ਅਤੇ ਬਰਸਾਤ ਵਿਚ ਲੇਬਰ ਚੌਕਾਂ ਤੇ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਪਰ ਉਨ੍ਹਾਂ ਦੇ ਖੜਨ ਜਾਂ ਬੈਠਣ ਲਈ ਪ੍ਰਸ਼ਾਸਨ ਵਲੋਂ ਕੋਈ ਪੱਕੀ ਤੇ ਛੱਤੀ ਹੋਈ ਥਾਂ ਉਪਲੱਬਧ ਨਹੀਂ ਕਰਵਾਈ ਗਈ। ਉਨ੍ਹਾਂ ਇਹ ਵੀ ਕਿਹਾ ਕਿ ਪੱਕੀ ਥਾਂ ਨਾ ਹੋਣ ਕਾਰਨ ਲੇਬਰ ਚੌਕਾਂ ਲਾਗੇ ਟਰੈਫਿਕ ਜਾਮ ਵੀ ਲੱਗ ਜਾਂਦਾ ਹੈ ਤੇ ਕਈ ਵਾਰ ਮਜ਼ਦੂਰ ਵੀ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਸ ਗੱਲ ਵਿੱਚ ਕੋਈ ਸ਼ੱਕ ਨਹੀਂ ਕਿ ਮਜ਼ਦੂਰ ਅਪਣੀ ਮਿਹਨਤ ਨਾਲ ਅਰਥਚਾਰੇ ਵਿਚ ਵੱਡਾ ਯੋਗਦਾਨ ਪਾਉਂਦੇ ਹਨ ਪਰ ਇਸਦੇ ਬਾਵਜੂਦ ਉਨ੍ਹਾਂ ਨੂੰ ਬਣਦਾ ਮਾਨ-ਸਨਮਾਨ ਨਹੀਂ ਦਿੱਤਾ ਜਾਂਦਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਮਜ਼ਦੂਰਾਂ ਦੀ ਗਿਣਤੀ ਦਿਨੋਂ-ਦਿਨ ਵੱਧ ਰਹੀ ਹੈ, ਇਸ ਕਰਕੇ ਉਨ੍ਹਾਂ ਦੀ ਭਲਾਈ ਲਈ ਕਦਮ ਚੁੱਕਣਾ ਹੋਰ ਵੀ ਜ਼ਰੂਰੀ ਬਣ ਜਾਂਦਾ ਹੈ।
ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਮਜ਼ਦੂਰਾਂ ਵਾਸਤੇ ਪੱਕੀਆਂ ਤੇ ਛੱਤੀਆਂ ਹੋਈਆਂ ਥਾਵਾਂ ਅਲਾਟ ਕੀਤੀਆਂ ਜਾਣ ਅਤੇ ਉਹਨਾਂ ਥਾਵਾਂ ਤੇ ਪੱਕੇ ਸ਼ੈੱਡ ਬਣਾਏ ਜਾਣ, ਜਿਥੇ ਬਾਥਰੂਮ ਦੀ ਸਹੂਲਤ, ਪੀਣ ਲਈ ਸਾਫ਼ ਪਾਣੀ ਅਤੇ ਹੋਰ ਸਹੂਲਤਾਂ ਉਪਲੱਬਧ ਹੋਣ ਤਾ ਜ਼ੋ ਉਹ ਵੀ ਸਨਮਾਨਜਨਕ ਤਰੀਕੇ ਨਾਲ ਅਪਣੀ ਰੋਜ਼ੀ-ਰੋਟੀ ਦਾ ਪ੍ਰਬੰਧ ਕਰ ਸਕਣ।
Mohali
ਗਮਾਡਾ ਨੇ ਪਿੰਡ ਰਾਏਪੁਰ ਵਿੱਚ ਬਾਗ਼ ਦੀ ਜ਼ਮੀਨ ਤੇ ਨਾਜਾਇਜ਼ ਕਲੋਨੀ ਕੱਟਣ ਵਾਲਿਆਂ ਖਿਲਾਫ ਕੀਤੀ ਕਾਰਵਾਈ
ਬੁਲਡੋਜ਼ਰ ਚਲਾ ਕੇ ਚਾਰਦੀਵਾਰੀ ਢਾਹੀ, ਸੀਵਰੇਜ ਦੀਆਂ ਲਾਈਨਾਂ ਪੁੱਟੀਆਂ
ਐਸ ਏ ਐਸ ਨਗਰ, 29 ਅਕਤੂਬਰ (ਪਵਨ ਰਾਵਤ) ਪਿੰਡ ਰਾਏਪੁਰ ਵਿੱਚ ਬਾਗ਼ ਦੀ ਜ਼ਮੀਨ ਤੇ ਕਥਿਤ ਤੌਰ ਤੇ ਨਾਜਾਇਜ਼ ਕਲੋਨੀ ਕੱਟਣ ਅਤੇ ਹਰੇ-ਭਰੇ ਦਰੱਖਤਾਂ ਦੀ ਕਟਾਈ ਦੇ ਮਾਮਲੇ ਵਿੱਚ ਗਮਾਡਾ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਮੌਕੇ ਤੇ ਬੁਲਡੋਜ਼ਰ ਚਲਾ ਕੇ ਚਾਰਦੀਵਾਰੀ ਢਾਹ ਦਿੱਤੀ ਗਈ ਅਤੇ ਸੀਵਰੇਜ ਦੀਆਂ ਲਾਈਨਾਂ ਪੁੱਟ ਦਿੱਤੀਆਂ ਗਈਆਂ।
ਗਮਾਡਾ ਦੀ ਰੈਗੁਲੇਟਰੀ ਬ੍ਰਾਂਚ ਦੇ ਐਸ ਡੀ ਓ ਸz. ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਕਾਰਵਾਈ ਨਾਲ ਨਾਜਾਇਜ਼ ਤੌਰ ਤੇ ਕਲੋਨੀਆਂ ਵਿਕਸਿਤ ਕਰਨ ਵਾਲਿਆਂ ਨੂੰ ਸਖ਼ਤ ਸੰਦੇਸ਼ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਕੇ ਕਲੋਨੀਆਂ ਵਿਕਸਿਤ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਜਿਨ੍ਹਾਂ ਲੋਕਾਂ ਨੇ ਲੋੜੀਂਦੀਆਂ ਮਨਜ਼ੂਰੀਆਂ ਲਏ ਬਿਨਾਂ ਉਸਾਰੀ ਕੀਤੀ ਹੈ, ਉਨ੍ਹਾਂ ਵਿਰੁੱਧ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਹ ਗਲਤਫ਼ਹਿਮੀ ਨਹੀਂ ਰੱਖਣੀ ਚਾਹੀਦੀ ਕਿ ਮਕਾਨ ਬਣ ਜਾਣ ਤੋਂ ਬਾਅਦ ਗਮਾਡਾ ਕੋਈ ਕਾਰਵਾਈ ਨਹੀਂ ਕਰ ਸਕਦਾ। ਜੇਕਰ ਕਿਸੇ ਨੇ ਬਿਨਾਂ ਮਨਜ਼ੂਰੀ ਮਕਾਨ ਬਣਾਇਆ ਹੈ, ਤਾਂ ਗਮਾਡਾ ਵੱਲੋਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।
Mohali
ਪੰਚਾਇਤ ਸਮਿਤੀਆਂ/ਜਿਲ੍ਹਾ ਪ੍ਰੀਸ਼ਦਾਂ ਦੇ ਪੈਨਸ਼ਨਰਾਂ ਵੱਲੋਂ ਰੋਸ ਧਰਨਾ
ਐਸ ਏ ਐਸ ਨਗਰ, 29 ਅਕਤੂਬਰ (ਸ.ਬ.) ਪੰਚਾਇਤ ਸਮਿਤੀਆਂ/ਜਿਲ੍ਹਾ ਪ੍ਰੀਸ਼ਦਾਂ ਦੇ ਪੈਨਸ਼ਨਰਾਂ ਵੱਲੋਂ ਆਪਣੀਆਂ ਲਮਕਦੀਆਂ ਮੰਗਾਂ ਮੰਗਵਾਉਣ ਲਈ ਸz. ਲਛਮਣ ਸਿੰਘ ਗਰੇਵਾਲ ਅਤੇ ਰਾਜਵਿੰਦਰ ਸਿੰਘ ਤਰਸਿੱਕਾ ਦੀ ਅਗਵਾਈ ਵਿੱਚ ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਦੇ ਮੁੱਖ ਦਫਤਰ (ਵਿਕਾਸ ਭਵਨ ਮੁਹਾਲੀ) ਵਿਖੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਬੁਲਾਰਿਆਂ ਵੱਲੋਂ ਕਿਹਾ ਗਿਆ ਕਿ ਸਰਕਾਰ ਅਤੇ ਵਿਭਾਗ ਉਨ੍ਹਾਂ ਨਾਲ ਮਤਰੇਈ ਮਾਂ ਜਿਹਾ ਸਲੂਕ ਕਰ ਰਿਹਾ ਹੈ। ਪੇ-ਕਮਿਸ਼ਨ ਦੇ ਬਕਾਏ ਜਾਰੀ ਨਹੀਂ ਕੀਤੇ ਜਾ ਰਹੇ, ਬੁਢਾਪਾ ਭੱਤਾ ਪੂਰਾ ਨਹੀਂ ਦਿੱਤਾ ਜਾ ਰਿਹਾ, ਐਲ. ਟੀ. ਸੀ. ਦੀ ਸਹੂਲਤ ਲਾਗੂ ਨਹੀਂ ਕੀਤੀ ਜਾ ਰਹੀ, ਪੈਨਸ਼ਨ ਲਾਉਣ ਲਈ ਕੋਈ ਸਮਾਂ ਸੀਮਾਂ ਨਹੀਂ, ਪੈਨਸ਼ਨ ਸਮੇਂ ਸਿਰ ਨਹੀਂ ਦਿੱਤੀ ਜਾਂਦੀ, ਅਦਾਲਤੀ ਫੈਸਲਿਆਂ ਨੂੰ ਅਪੀਲਾਂ ਰਾਹੀਂ ਲਟਕਾਇਆ ਜਾ ਰਿਹਾ ਹੈ ਅਤੇ ਪੈਨਸ਼ਨ ਸੈਲ ਨੂੰ ਸੂਚਾਰੂ ਬਣਾਉਣ ਲਈ ਯਤਨ ਨਹੀਂ ਕੀਤੇ ਜਾਂਦੇ।
ਉਨ੍ਹਾਂ ਕਿਹਾ ਕਿ ਜੇ ਇਸ ਧਰਨੇ ਉਪਰੰਤ ਵੀ ਕਾਰਗਰ ਕਦਮ ਨਾ ਚੁੱਕੇ ਗਏ ਤਾਂ 25 ਨਵੰਬਰ ਨੂੰ ਮੁੜ ਧਰਨਾ ਲਗਾਇਆ ਜਾਵੇਗਾ। ਧਰਨੇ ਨੂੰ ਪੈਨਸ਼ਨਰ ਆਗੂਆਂ ਲਛਮਣ ਸਿੰਘ ਗਰੇਵਾਲ, ਰਾਜਵਿੰਦਰ ਸਿੰਘ ਤਰਸਿੱਕਾ, ਕੁਲਵੰਤ ਕੌਰ ਬਾਠ, ਗੁਰਮੀਤ ਸਿੰਘ ਭਾਂਖਰਪੁਰ, ਸੁਰਿੰਦਰ ਹਾਟਾ, ਸ਼ੇਰ ਮੁਹੰਮਦ, ਲਖਵਿੰਦਰ ਸਿੰਘ, ਰਾਜਵੰਤ ਸਿੰਘ, ਦਰਸ਼ਨ ਸਿੰਘ, ਮਾਨ ਸਿੰਘ, ਬਲਦੇਵ ਸਿੰਘ, ਮਹਿੰਦਰ ਸਿੰਘ ਭੰਗੂ, ਭਗਵਾਨ ਸਿੰਘ ਤੇ ਜਾਗੀਰ ਸਿੰਘ ਢਿੱਲੋਂ ਆਦਿ ਨੇ ਸੰਬੋਧਨ ਕੀਤਾ।
Mohali
ਝੋਨੇ ਦੇ ਖਰੀਦ ਜਾਰੀ ਰੱਖਣ ਸਬੰਧੀ ਡਿਪਟੀ ਕਮਿਸ਼ਨਰ ਮੁਹਾਲੀ ਨੂੰ ਸਕੱਤਰ ਫੂਡ ਸਪਲਾਈ ਪੰਜਾਬ ਦੇ ਨਾਮ ਮੰਗ ਪੱਤਰ ਦਿੱਤਾ
ਐਸ ਏ ਐਸ ਨਗਰ, 29 ਅਕਤੂਬਰ (ਸ.ਬ.) ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਸਕੱਤਰ ਫੂਡ ਸਪਲਾਈ ਪੰਜਾਬ ਨੂੰ ਡਿਪਟੀ ਕਮਿਸ਼ਨਰ ਮੁਹਾਲੀ ਰਾਹੀਂ ਮੰਗ ਪੱਤਰ ਦੇ ਕੇ ਝੋਨੇ ਦੇ ਖਰੀਦ ਜਾਰੀ ਰੱਖਣ ਸਬੰਧੀ ਮੰਗ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਦੇਹਕਲਾਂ ਨੇ ਦੱਸਿਆ ਕਿ ਪਿਛਲੇ ਦੋ ਤਿੰਨ ਦਿਨਾਂ ਤੋਂ ਮੰਡੀਆਂ ਵਿੱਚ ਕਿਸਾਨਾਂ ਨੂੰ ਝੋਨਾ ਵੇਚਣ ਵਿੱਚ ਮੁਸ਼ਕਲ ਪੇਸ਼ ਆ ਰਹੀ ਹੈ ਕਿਉਂਕਿ ਆੜ੍ਹਤੀਆਂ ਵੱਲੋਂ ਕਿਸਾਨਾਂ ਨੂੰ ਕਿਹਾ ਜਾ ਰਿਹਾ ਹੈ ਕਿ ਸਰਕਾਰ ਦਾ ਖਰੀਦ ਦਾ ਟੀਚਾ ਪੂਰਾ ਹੋ ਜਾਣ ਕਾਰਨ ਸਰਕਾਰ ਵੱਲੋਂ ਖਰੀਦ ਬੰਦ ਕਰ ਦਿੱਤੀ ਗਈ ਹੈ।
ਉਹਨਾਂ ਕਿਹਾ ਕਿ ਕੁਝ ਮੰਡੀਆਂ ਵਿੱਚ ਬਾਰਦਾਨਾ ਮੁਹਈਆ ਨਹੀਂ ਕਰਵਾਇਆ ਜਾ ਰਿਹਾ ਅਤੇ ਕੁਝ ਮੰਡੀਆਂ ਵਿੱਚ ਨਮੀ ਦੀ ਮਾਤਰਾ ਜ਼ਿਆਦਾ ਦੱਸ ਕੇ ਕਈ-ਕਈ ਦਿਨਾਂ ਤੋਂ ਖਰੀਦ ਨਹੀਂ ਕੀਤੀ ਜਾ ਰਹੀ। ਉਹਨਾਂ ਲਿਖਿਆ ਹੈ ਕਿ ਸੀਜਨ ਦੇ ਪਹਿਲੇ ਦਿਨ ਤੋਂ ਹੀ ਸਰਕਾਰ ਕਹਿ ਰਹੀ ਹੈ ਕਿ ਝੋਨਾ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ, ਇਸ ਕਰਕੇ ਖਰੀਦ ਬੰਦ ਨਹੀਂ ਕਰਨੀ ਚਾਹੀਦੀ।
ਉਹਨਾਂ ਲਿਖਿਆ ਹੈ ਕਿ ਖੇਤੀਬਾੜੀ ਵਿਭਾਗ ਦੇ ਸਰਵੇ ਅਨੁਸਾਰ ਝਾੜ ਵਿੱਚ ਵਾਧਾ ਹੋਇਆ ਹੈ ਅਤੇ ਖਰੀਦ ਏਜੰਸੀਆਂ ਵੱਲੋਂ ਕਿਹਾ ਜਾ ਰਿਹਾ ਹੈ ਪਿਛਲੇ ਸਾਲਾਂ ਦੇ ਸੀਜਨਾਂ ਦੇ ਝਾੜ ਮੁਤਾਬਕ ਖਰੀਦ ਕੀਤੀ ਜਾਵੇਗੀ ਜਦ ਕਿ ਇਸ ਸਾਲ ਝਾੜ ਜਿਆਦਾ ਹੈ। ਪਿਛਲੇ ਸੀਜ਼ਨ ਵਿੱਚ ਤਾਂ ਹੜ੍ਹਾਂ ਅਤੇ ਬਿਮਾਰੀਆਂ ਕਾਰਨ ਫਸਲ ਘੱਟ ਹੁੰਦੀ ਰਹੀ।
ਉਹਨਾਂ ਸਰਕਾਰ ਤੋਂ ਮੰਗ ਕੀਤੀ ਕਿ ਨਿਰਵਿਘਨ ਖਰੀਦ ਕੀਤੀ ਜਾਵੇ ਕਿਉਂਕਿ ਜੇਕਰ ਕਿਸਾਨ ਨੂੰ ਮੰਡੀਆਂ ਵਿੱਚ ਵਾਧੂ ਟਾਈਮ ਲੱਗੇਗਾ ਤਾਂ ਕਣਕ ਦੀ ਬਿਜਾਈ ਵੀ ਲੇਟ ਹੋਵੇਗੀ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਖਾਦ ਅਤੇ ਹੋਰ ਖਾਦਾਂ ਦਾ ਪ੍ਰਬੰਧ ਕਰਨ ਲਈ ਵਾਧੂ ਪਰੇਸ਼ਾਨ ਹੋਣਾ ਪੈ ਰਿਹਾ ਹੈ। ਉਪਰੋਕਤ ਮੰਗਾਂ ਤੇ ਤੁਰੰਤ ਧਿਆਨ ਦਿੱਤਾ ਜਾਵੇ ਕਿਸੇ ਵੀ ਦਾਣਾ ਮੰਡੀ ਵਿੱਚ ਖਰੀਦ ਬੰਦ ਨਾ ਕੀਤੀ ਜਾਵੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮੇਹਰ ਸਿੰਘ ਥੇੜੀ ਪ੍ਰੈਸ ਸਕੱਤਰ ਪੰਜਾਬ, ਹਕੀਕਤ ਸਿੰਘ ਘੜੂੰਆਂ ਜ਼ਿਲ੍ਹਾ ਪ੍ਰੈਸ ਸਕੱਤਰ, ਬਹਾਦਰ ਸਿੰਘ ਨਿਆਮੀਆਂ ਜ਼ਿਲ੍ਹਾ ਜਨਰਲ ਸਕੱਤਰ, ਕੁਲਦੀਪ ਸਿੰਘ ਜਲਾਲਪੁਰ ਬਲਾਕ ਡੇਰਾਬੱਸੀ, ਜਰਨੈਲ ਸਿੰਘ ਦਿਆਲਪੁਰਾ ਬਲਾਕ ਪ੍ਰਧਾਨ ਡੇਰਾਬੱਸੀ, ਬਲਵਿੰਦਰ ਸਿੰਘ ਮਲਕਪੁਰ ਡੇਰਾਬੱਸੀ, ਪ੍ਰੇਮ ਸਿੰਘ ਮੀਰਪੁਰ ਡੇਰਾਬੱਸੀ, ਤਲਵਿੰਦਰ ਸਿੰਘ ਡੇਰਾਬੱਸੀ ਹਾਜ਼ਰ ਸਨ।
-
International2 months ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International1 month ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International1 month ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
National2 months agoਤਾਇਕਵਾਂਡੋ ਮੁਕਾਬਲਿਆਂ ਵਿੱਚ ਬੱਚਿਆਂ ਨੇ ਦਿਖਾਏ ਜੌਹਰ
-
International2 months ago
ਇਰਾਨ ਵੱਲੋਂ ਜਾਰਡਨ ਵਿੱਚ ਅਮਰੀਕੀ ਏਅਰਬੇਸ ਤੇ ਮਿਜ਼ਾਈਲ ਹਮਲਾ, ਕਈ ਲੜਾਕੂ ਜਹਾਜ਼ ਨੁਕਸਾਨੇ
-
Editorial1 month agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
International2 months ago
ਛੇ ਸਾਲਾਂ ਦੀ ਮੁਅੱਤਲੀ ਤੋਂ ਬਾਅਦ ਗੁਆਂਗਜ਼ੂ-ਦਿੱਲੀ ਉਡਾਣਾਂ ਮੁੜ ਸ਼ੁਰੂ ਹੋਣਗੀਆਂ
-
Chandigarh1 month ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
