Editorial
ਟ੍ਰੈਫਿਕ ਵਿਵਸਥਾ ਦੀ ਬਦਹਾਲੀ ਵਿੱਚ ਸੁਧਾਰ ਲਈ ਆਟੋ ਰਿਕਸ਼ਿਆਂ ਵਾਸਤੇ ਵੱਖਰੀ ਲੇਨ ਬਣਾਏ ਪ੍ਰਸ਼ਾਸ਼ਨ
ਸਾਡੇ ਸ਼ਹਿਰ ਨੂੰ ਇੱਕ ਅੰਤਰਰਾਸ਼ਟਰੀ ਪੱਧਰ ਦੇ ਅਤਿਆਧੁਨਿਕ ਸ਼ਹਿਰ ਦਾ ਦਰਜਾ ਹਾਸਿਲ ਹੈ ਅਤੇ ਪੰਜਾਬ ਸਰਕਾਰ ਦੇ ਦਾਅਵਿਆਂ ਵਿੱਚ ਵਸਨੀਕਾਂ ਨੂੰ ਵਿਸ਼ਵ ਪੱਧਰੀ ਬੁਨਿਆਦੀ ਸੁਵਿਧਾਵਾਂ ਮੁਹਈਆ ਕਰਵਾਉਣ ਦੀ ਗੱਲ ਕੀਤੀ ਜਾਂਦੀ ਹੈ ਪਰੰਤੂ ਇਹ ਦਾਅਵੇ ਹਵਾ ਹਵਾਈ ਹੀ ਹਨ ਅਤੇ ਲੋਕਾਂ ਨੂੰ ਲੋੜੀਂਦੀਆਂ ਬੁਨਿਆਦੀ ਸੁਵਿਧਾਵਾਂ ਤਕ ਹਾਸਿਲ ਨਹੀਂ ਹੁੰਦੀਆਂ। ਸ਼ਹਿਰ ਦੀ ਟ੍ਰੈਫਿਕ ਵਿਵਸਥਾ ਦੀ ਬਦਹਾਲੀ ਦੀ ਸਮੱਸਿਆ ਵੀ ਅਜਿਹੀ ਹੈ ਜਿਹੜੀ ਹਰੇਕ ਸ਼ਹਿਰੀ ਨੂੰ ਪ੍ਰਭਾਵਿਤ ਕਰਦੀ ਹੈ ਅਤੇ ਇਸ ਕਾਰਨ ਲੋਕ ਬੁਰੀ ਤਰ੍ਹਾਂ ਤੰਗ ਦਿਖਦੇ ਹਨ। ਸ਼ਹਿਰ ਦੀ ਟ੍ਰੈਫਿਕ ਵਿਵਸਥਾ ਦੀ ਬਦਹਾਲੀ ਤੋਂ ਤੰਗ ਵਸਨੀਕ ਨਾ ਸਿਰਫ ਦੀ ਸ਼ਿਕਾਇਤ ਕਰਦੇ ਹਨ ਬਲਕਿ ਆਮ ਗੱਲਬਾਤ ਦੌਰਾਨ ਇਸ ਸੰਬੰਧੀ ਪ੍ਰਸ਼ਾਸ਼ਨ ਦੀ ਕਾਰਗੁਜਾਰੀ ਤੇ ਸਵਾਲ ਵੀ ਚੁੱਕਦੇ ਹਨ।
ਇਸ ਸੰਬੰਧੀ ਸ਼ਹਿਰ ਦੇ ਕਿਸੇ ਵੀ ਵਸਨੀਕ ਨਾਲ ਗੱਲ ਕਰਨ ਤੇ ਉਸਦਾ ਜਵਾਬ ਇਹੀ ਹੁੰਦਾ ਹੈ ਕਿ ਜਦੋਂ ਤਕ ਸ਼ਹਿਰ ਦੀਆਂ ਸੜਕਾਂ ਤੇ ਲਗਾਤਾਰ ਵੱਧਦੀ ਆਟੋ ਰਿਕਸ਼ਿਆਂ ਦੀ ਭੀੜ ਤੇ ਕਾਬੂ ਨਹੀਂ ਕੀਤਾ ਜਾਂਦਾ, ਟ੍ਰੈਫਿਕ ਦੀ ਇਸ ਸਮੱਸਿਆ ਦਾ ਹਲ ਨਹੀਂ ਹੋ ਸਕਦਾ। ਸ਼ਹਿਰਵਾਸੀ ਇਹ ਗੱਲ ਪੁਖਤਾ ਢੰਗ ਨਾਲ ਕਹਿੰਦੇ ਹਨ ਕਿ ਸ਼ਹਿਰ ਟ੍ਰੈਫਿਕ ਵਿਵਸਥਾ ਦੀ ਬਦਹਾਲੀ ਦੀ ਲਗਾਤਾਰ ਵੱਧਦੀ ਸਮੱਸਿਆ ਦਾ ਮੁੱਖ ਕਾਰਨ ਸ਼ਹਿਰ ਵਿੱਚ ਸਵਾਰੀ ਸਿਸਟਮ ਦੇ ਆਧਾਰ ਤੇ ਚਲਣ ਵਾਲੇ ਇਹ ਆਟੋ ਰਿਕਸ਼ੇ ਹੀ ਹਨ ਜਿਹਨਾਂ ਦੇ ਚਲਾਕਾਂ ਵਲੋਂ ਵੱਧ ਤੋਂ ਵੱਧ ਸਵਾਰੀਆਂ ਬਿਠਾਉਣ ਅਤੇ ਇੱਕ ਦੂਜੇ ਤੋਂ ਅੱਗੇ ਲੰਘਣ ਦੀ ਹੋੜ ਵਿੱਚ ਟ੍ਰੈਫਿਕ ਨਿਯਮਾਂ ਦੀ ਰੱਜ ਕੇ ਉਲੰਘਣਾ ਕੀਤੀ ਜਾਂਦੀ ਹੈ ਜਿਸ ਕਾਰਨ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੁੰਦੀ ਹੈ।
ਸ਼ਹਿਰ ਵਾਸੀ ਇਹ ਵੀ ਸ਼ਿਕਾਇਤ ਕਰਦੇ ਹਨ ਕਿ ਟ੍ਰੈਫਿਕ ਪੁਲੀਸ ਦੇ ਅਧਿਕਾਰੀਆਂ ਵਲੋਂ ਇਸ ਸਾਰੇ ਕੁੱਝ ਨੂੰ ਹਲਕੇ ਢੰਗ ਨਾਲ ਲਏ ਜਾਣ ਕਾਰਨ ਵੀ ਇਹ ਸਮੱਸਿਆ ਲਗਾਤਾਰ ਵੱਧ ਰਹੀ ਹੈ। ਇਹ ਗੱਲ ਵੀ ਆਮ ਆਖੀ ਜਾਂਦੀ ਹੈ ਕਿ ਸ਼ਹਿਰ ਵਿੱਚ ਸਵਾਰੀ ਸਿਸਟਮ ਦੇ ਆਧਾਰ ਤੇ ਚਲਣ ਵਾਲੇ ਆਟੋ ਰਿਕਸ਼ਿਆਂ ਦੇ ਜਿਆਦਾਤਰ ਚਾਲਕ ਅਜਿਹੇ ਹਨ ਜਿਹਨਾਂ ਕੋਲ ਨਾ ਤਾਂ ਲਾਈਸੰਸ ਹੁੰਦਾ ਹੈ ਅਤੇ ਨਾ ਹੀ ਉਹਨਾਂ ਨੂੰ ਆਟੋ ਰਿਕਸ਼ਾ ਚਲਾਉਣ ਦਾ ਕੋਈ ਤਜਰਬਾ ਹੁੰਦਾ ਹੈ। ਲੋਕ ਤਾਂ ਇਹ ਵੀ ਕਹਿਦੇ ਹਨ ਕਿ ਆਟੋ ਰਿਕਸ਼ਿਆਂ ਦੇ ਜਿਆਦਾਤਰ ਚਾਲਕ (ਜਿਹਨਾਂ ਵਿੱਚੋਂ ਜਿਆਦਾਤਰ ਪ੍ਰਵਾਸੀ ਹੁੰਦੇ ਹਨ) ਅਜਿਹੇ ਹਨ ਜਿਹਨਾਂ ਵਲੋਂ ਆਪਣੇ ਕਿਸੇ ਰਿਸ਼ਤੇਦਾਰ ਜਾਂ ਜਾਣ ਪਹਿਚਾਣ ਵਾਲੇ ਆਟੋ ਚਾਲਕ ਨਾਲ ਦੋ ਚਾਰ ਦਿਨ ਘੁੰਮ ਕੇ ਆਟੋ ਚਲਾਉਣਾ ਸਿੱਖ ਲਿਆ ਜਾਂਦਾ ਹੈ ਅਤੇ ਫਿਰ ਇਹ ਸਿਖਾਂਦਰੂ ਚਾਲਕ ਕਿਰਾਏ ਤੇ ਆਟੋ ਲੈ ਕੇ ਸ਼ਹਿਰ ਦੀਆਂ ਸੜਕਾਂ ਤੇ ਖੜਦੂੰਗ ਪਾਉਣ ਲੱਗ ਜਾਂਦੇ ਹਨ।
ਸ਼ਹਿਰ ਵਾਸੀਆਂ ਦੀ ਇਹ ਸ਼ਿਕਾਇਤ ਕਾਫੀ ਹੱਦ ਤਕ ਜਾਇਜ਼ ਵੀ ਹੈ। ਮੌਜੂਦਾ ਹਾਲਾਤ ਇਹ ਹਨ ਕਿ ਇੱਕ ਪਾਸੇ ਤਾਂ ਇਹ ਆਟੋ ਰਿਕਸ਼ੇ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਦੀ ਬਦਹਾਲੀ ਦਾ ਸਭਤੋਂ ਵੱਡਾ ਕਾਰਨ ਬਣੇ ਹੋਏ ਹਨ ਅਤੇ ਦੂਜੇ ਪਾਸੇ ਪ੍ਰਸ਼ਾਸ਼ਨ ਵਲੋਂ ਇਹਨਾਂ ਆਟੋ ਚਾਲਕਾਂ ਵਲੋਂ ਕੀਤੀ ਜਾਂਦੀ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਦੀ ਇਸ ਕਾਰਵਾਈ ਨੂੰ ਪੂਰੀ ਤਰ੍ਹਾਂ ਅਣਦੇਖਿਆ ਕੀਤੇ ਜਾਣ ਕਾਰਨ ਇਹ ਸਮੱਸਿਆ ਲਗਾਤਾਰ ਵੱਧਦੀ ਜਾ ਰਹੀ ਹੈ। ਸ਼ਹਿਰ ਦੀਆਂ ਸੜਕਾਂ ਤੇ ਚਲਣ ਵਾਲੇ ਇਹਨਾਂ ਆਟੋ ਰਿਕਸ਼ਿਆਂ ਦੀ ਗਿਣਤੀ ਇੰਨੀ ਜਿਆਦਾ ਵੱਧ ਚੁੱਕੀ ਹੈ ਕਿ ਸੜਕ ਤੇ ਹਰ ਵੇਲੇ ਆਟੋ ਵਾਲਿਆਂ ਦੀ ਹੀ ਭੀੜ ਦਿਸਦੀ ਹੈ ਅਤੇ ਆਮ ਵਾਹਨ ਚਾਲਕਾਂ ਲਈ ਸ਼ਹਿਰ ਦੀਆਂ ਸੜਕਾਂ ਤੇ ਆਪਣਾ ਵਾਹਨ ਚਲਾਉਣਾ ਤਕ ਔਖਾ ਹੋ ਗਿਆ ਹੈ। ਸਥਾਨਕ ਪ੍ਰਸ਼ਾਸ਼ਨ ਵਲੋਂ ਸ਼ਹਿਰ ਵਿੱਚ ਜਨਤਕ ਆਵਾਜਾਈ ਦਾ ਕੋਈ ਪ੍ਰਬੰਧ ਨਾ ਕੀਤੇ ਜਾਣ ਕਾਰਨ ਸ਼ਹਿਰ ਵਿੱਚ ਚਲਦੇ ਇਹ ਆਟੋ ਰਿਕਸ਼ੇ ਆਮ ਲੋਕਾਂ ਨੂੰ ਇੱਕ ਥਾਂ ਤੋਂ ਦੂਜੀ ਥਾਂ ਤਕ ਲਿਜਾਣ ਦਾ ਇੱਕੋਂ ਇੱਕ ਜਰੀਆ ਹਨ ਅਤੇ ਸ਼ਾਇਦ ਇਹ ਵੀ ਇੱਕ ਕਾਰਨ ਹੈ ਕਿ ਸਥਾਨਕ ਪ੍ਰਸ਼ਾਸ਼ਨ ਟ੍ਰੈਫਿਕ ਨਿਯਮਾਂ ਦੀ ਸ਼ਰੇਆਮ ਉਲੰਘਣਾ ਕਰਨ ਵਾਲੇ ਇਹਨਾਂ ਆਟੋ ਰਿਕਸ਼ਿਆਂ ਦੇ ਚਾਲਕਾਂ ਵਿਰੁੱਧ ਕੋਈ ਸਖਤ ਕਾਰਵਾਈ ਤੋਂ ਪਰਹੇਜ ਕਰਦਾ ਹੈ।
ਸ਼ਹਿਰ ਵਿਚਲੀ ਟੈ੍ਰਫਿਕ ਵਿਵਸਥਾ ਦੀ ਬਦਹਾਲੀ ਦੀ ਇਸ ਸਮੱਸਿਆ ਦੇ ਹਲ ਲਈ ਜਰੂਰੀ ਹੈ ਕਿ ਪ੍ਰਸ਼ਾਸ਼ਨ ਵਲੋਂ ਸ਼ਹਿਰ ਦੀਆਂ ਸੜਕਾਂ ਦੇ ਕਿਨਾਰੇ ਤੇ ਦੋਵੇਂ ਪਾਸੇ ਆਟੋ ਰਿਕਸ਼ਿਆਂ ਲਈ ਵੱਖਰੀ ਸਲਿਪ ਰੋਡ ਬਣਾਈ ਜਾਵੇ ਅਤੇ ਆਟੋ ਚਾਲਕਾਂ ਲਈ ਇਹ ਜਰੂਰੀ ਕੀਤਾ ਜਾਵੇ ਕਿ ਉਹ ਆਪਣਾ ਵਾਹਨ ਇਸ ਸਲਿਪ ਰੋਡ ਤੇ ਹੀ ਚਲਾਉਣ ਤਾਂ ਜੋ ਉਹਨਾਂ ਕਾਰਨ ਸ਼ਹਿਰ ਦੀਆਂ ਮੁੱਖ ਸੜਕਾਂ ਦੀ ਆਵਾਜਾਈ ਪ੍ਰਭਾਵਿਤ ਨਾ ਹੋਵੇ। ਪ੍ਰਸ਼ਾਸ਼ਨ ਦੀ ਜਿੰਮੇਵਾਰੀ ਬਣਦੀ ਹੈ ਕਿ ਉਹ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਦੀ ਬਦਹਾਲੀ ਵਿੱਚ ਸੁਧਾਰ ਕਰਨ ਲਈ ਲੋੜੀਂਦੇ ਕਦਮ ਚੁੱਕੇ ਅਤੇ ਇਸ ਲਈ ਸ਼ਹਿਰ ਦੀਆਂ ਤਮਾਮ ਮੁੱਖ ਸੜਕਾਂ ਦੇ ਕਿਨਾਰੇ ਇਹਨਾਂ ਆਟੋ ਰਿਕਸ਼ਿਆਂ ਜਾਂ ਜਨਤਕ ਆਵਾਜਾਈ ਲਈ ਵਰਤੋਂ ਵਿੱਚ ਆਉਣ ਵਾਲੇ ਹੋਰਨਾਂ ਵਾਹਨਾਂ ਲਈ ਵੱਖਰੀ ਲੇਨ ਦਾ ਪ੍ਰਬੰਧ ਕਰਕੇ ਇਸ ਗੱਲ ਨੂੰ ਯਕੀਨੀ ਕਰੇ ਕਿ ਇਹ ਆਟੋ ਰਿਕਸ਼ੇ ਵੱਖਰੀ ਲੇਨ ਵਿੱਚ ਹੀ ਚਲਣ ਤਾਂ ਜੋ ਇਹਨਾਂ ਵਾਹਨਾਂ ਦੇ ਚਾਲਕਾਂ ਵਲੋਂ ਸੜਕਾਂ ਤੇ ਕੀਤੀਆਂ ਜਾਂਦੀਆਂ ਆਪਹੁਦਰੀਆਂ ਕਾਰਣ ਆਮ ਲੋਕਾਂ ਨੂੰ ਪਰੇਸ਼ਾਨੀ ਦਾ ਸਾਮ੍ਹਣਾ ਨਾ ਕਰਨਾ ਪਵੇ।
Editorial
ਮੁੰਡਿਆਂ ਵਾਂਗ ਪੂਰੀ ਧੂਮਧਾਮ ਨਾਲ ਮਣਾਈ ਜਾਵੇ ਕੁੜੀਆਂ ਦੀ ਵੀ ਲੋਹੜੀ
ਲੋਹੜੀ ਦਾ ਤਿਉਹਾਰ ਅੱਜ ਸਿਰਫ ਪੰਜਾਬ ਹੀ ਨਹੀਂ ਬਲਕਿ ਦੁਨੀਆ ਭਰ ਵਿੱਚ ਵਸਦੇ ਪੰਜਾਬੀਆ ਵਲੋਂ ਪੂਰੇ ਜੋਸ਼ ਖਰੋਸ਼ ਨਾਲ ਮਣਾਇਆ ਜਾ ਰਿਹਾ ਹੈ ਅਤੇ ਕੋਈ ਵਿਰਲਾ ਹੀ ਘਰ ਹੋਵੇਗਾ ਜਿੱਥੇ ਇਹ ਤਿਉਹਾਰ ਨਾ ਮਣਾਇਆ ਜਾਂਦਾ ਹੋਵੇ। ਹਾਲਾਂਕਿ ਲੋਹੜੀ ਦੇ ਤਿਉਹਾਰ ਮੌਕੇ ਉਹਨਾਂ ਘਰਾਂ ਵਿੱਚ ਧੂਮ ਧੜੱਕਾ ਕੁੱਝ ਜਿਆਦਾ ਹੀ ਹੁੰਦਾ ਹੈ ਜਿਹਨਾਂ ਵਿੱਚ ਜਾਂ ਤਾਂ ਮੁੰਡੇ ਦਾ ਨਵਾਂ ਨਵਾਂ ਵਿਆਹ ਹੋਇਆ ਹੋਵੇ ਜਾਂ ਪਿਛਲੀ ਲੋਹੜੀ ਤੋਂ ਬਾਅਦ ਉਹਨਾਂ ਦੇ ਘਰ ਬੱਚੇ (ਖਾਸ ਕਰ ਮੁੰਡੇ) ਨੇ ਜਨਮ ਲਿਆ ਹੋਵੇ। ਇਹਨਾਂ ਪਰਿਵਾਰਾਂ ਵਲੋਂ ਲੋਹੜੀ ਦੇ ਤਿਉਹਾਰ ਮੌਕੇ ਪੂਰੇ ਗਾਜੇ ਵਾਜੇ ਦੇ ਨਾਲ ਜਸ਼ਨ ਮਣਾਏ ਜਾਂਦੇ ਹਨ ਅਤੇ ਨੱਚ ਟੱਪ ਕੇ ਇਸਦਾ ਆਨੰਦ ਮਾਣਿਆ ਜਾਂਦਾ ਹੈ।
ਘਰ ਵਿੱਚ ਨਵੇਂ ਜੰਮੇ ਮੁੰਡੇ ਦੀ ਪਹਿਲੀ ਲੋਹੜੀ ਤਾਂ ਸਾਰੇ ਹੀ ਮਣਾਉਂਦੇ ਹਨ ਅਤੇ ਹੁਣ ਤਾਂ ਲੋਕ ਕੁੜੀਆਂ ਦੀ ਲੋਹੜੀ ਵੀ ਮਣਾਉਣ ਲੱਗ ਗਏ ਹਨ ਘਰ ਵਿੱਚ ਧੀ ਦਾ ਜਨਮ ਹੋਣ ਤੇ ਉਸ ਦੀ ਲੋਹੜੀ ਮਨਾਉਣ ਵਾਲਿਆਂ ਦੀ ਗਿਣਤੀ ਔਸਤਨ ਕਾਫੀ ਘੱਟ ਹੈ। ਇਸਦਾ ਕਾਰਨ ਇਹ ਹੈ ਕਿ ਸਾਡੇ ਸਮਾਜ ਨੇ ਭਾਵੇਂ ਕਿੰਨੀ ਵੀ ਤੱਰਕੀ ਕਰ ਲਈ ਹੈ ਅਤੇ ਇਹ ਕਿੰਨਾ ਵੀ ਅੱਗੇ ਵੱਧ ਗਿਆ ਦਿਖਦਾ ਹੈ ਪਰੰਤੂ ਅਸਲੀਅਤ ਇਹੀ ਹੈ ਕਿ ਮੁੰਡੇ ਅਤੇ ਕੁੜੀ ਦੇ ਫਰਕ ਦੀ ਮਾਨਸਿਕਤਾ ਸਾਡੇ ਤੇ ਪੁਰਾਣੇ ਸਮਿਆਂ ਵਾਂਗ ਹੀ ਹਾਵੀ ਹੈ।
ਸਾਡੇ ਸਮਾਜ ਵਿੱਚ ਹੁਣੇ ਵੀ ਅਜਿਹੇ ਪੁਰਾਣੀ ਸੋਚ ਵਾਲੇ ਅਜਿਹੇ ਲੋਕ ਮੌਜੂਦ ਹਨ ਜਿਹੜੇ ਕੁੜੀ ਦੇ ਜਨਮ ਤੇ ਉਸਦੇ ਮਾਂ ਬਾਪ ਨੂੰ ਵਧਾਈ ਦੇਣੀ ਤਾਂ ਦੂਰ ਉਲਟਾ ਉਹਨਾਂ ਨਾਲ ਅਫਸੋਸ ਪ੍ਰਗਟ ਕਰਨ ਲੱਗ ਜਾਂਦੇ ਹਨ। ਸਾਡੇ ਸਮਾਜ ਵਿੱਚ ਤਾਂ ਕੁੜੀਆਂ ਨੂੰ ਜੰਮਦੇ ਹੀ ਮਾਰ ਦਿੱਤਾ ਜਾਂਦਾ ਰਿਹਾ ਹੈ ਅਤੇ ਪੁਰਾਤਨ ਸਮਿਆਂ ਦੌਰਾਨ ਜਿੱਥੇ ਕਬੀਲਿਆਂ ਵਲੋਂ ਕੁੜੀ ਦੇ ਜਨਮ ਵੇਲੇ ਹੀ ਉਸਨੂੰ ਮਾਰ ਦਿੱਤਾ ਜਾਂਦਾ ਸੀ, ਉੱਥੇ ਆਧੁਨਿਕ ਸਮਾਜ ਵਿੱਚ ਕੁੜੀਆਂ ਦੇ ਕਤਲ ਦੀ ਇਹ ਕਾਰਵਾਈ ਤਕਨੀਕ ਦੇ ਸਹਾਰੇ ਅੰਜਾਮ ਦਿੱਤੀ ਜਾਂਦੀ ਹੈ ਜਿਸਦੇ ਤਹਿਤ ਬੱਚੇ ਦੇ ਜਨਮ ਤੋਂ ਪਹਿਲਾਂ ਹੀ ਉਸਦੇ ਲਿੰਗ ਦੀ ਜਾਣਕਾਰੀ ਪ੍ਰਾਪਤ ਕਰਨ ਤੋਂ ਬਾਅਦ ਉਸਨੂੰ ਮਾਰ ਦਿੱਤਾ ਜਾਂਦਾ ਹੈ।
ਆਮ ਲੋਕਾਂ ਵਿੱਚ ਇਹ ਹਮੇਸ਼ਾ ਤੋਂ ਭਾਰੂ ਰਹਿੰਦੀ ਆਈ ਹੈ ਕਿ ਮੁੰਡੇ ਉਹਨਾਂ ਦੇ ਵੰਸ਼ ਨੂੰ ਅੱਗੇ ਤੋਰਦੇ ਹਨ ਪਰੰਤੂ ਅਸੀਂ ਸਾਰੇ ਹੀ ਜਾਣਦੇ ਹਾਂ ਕਿ ਵੰਸ਼ ਨੂੰ ਅੱਗੇ ਤੋਰਨ ਵਾਲੇ ਇਹ ਮੁੰਡੇ ਆਪਣੇ ਮਾਪਿਆਂ ਦੀ ਕਿੰਨੀ ਕੁ ਸਾਂਭ ਸੰਭਾਲ ਕਰਦੇ ਹਨ। ਇਹ ਧੀਆਂ ਹੀ ਹੁੰਦੀਆਂ ਨੇ ਜੋ ਸਾਰੀ ਉਮਰ ਮਾਪਿਆਂ ਦਾ ਦੁੱਖ ਵੰਡਾਉਂਦੀਆਂ ਰਹਿੰਦੀਆਂ ਹਨ। ਵੈਸੇ ਵੀ ਆਧੁਨਿਕ ਯੁਗ ਵਿੱਚ ਔਰਤਾਂ ਮਰਦਾਂ ਦੇ ਮੋਢੇ ਨਾਲ ਮੋਢਾ ਲਾ ਕੇ ਕੰਮ ਕਰਦੀਆਂ ਹਨ ਅਤੇ ਹਰ ਖੇਤਰ ਵਿੱਚ ਮੱਲਾਂ ਮਾਰ ਰਹੀਆਂ ਹਨ।
ਪਰੰਤੂ ਸਾਡੇ ਇਸ ਅਖੌਤੀ ਆਧੁਨਿਕ ਸਮਾਜ ਦੀ ਮਾਨਸਿਕਤਾ ਹਾਲੇ ਵੀ ਔਰਤ ਵਿਰੋਧੀ ਹੀ ਬਣੀ ਹੋਈ ਹੈ। ਸਾਡੇ ਸਮਾਜ ਵਿੱਚ ਔਰਤਾਂ ਨਾਲ ਜਿਹੜਾ ਵਿਵਹਾਰ ਹੁੰਦਾ ਹੈ ਉਸਨੂੰ ਕਿਸੇ ਪੱਖੋਂ ਵੀ ਚੰਗਾ ਨਹੀਂ ਕਿਹਾ ਜਾ ਸਕਦਾ ਅਤੇ ਔਰਤ ਨੂੰ ਹੁਣੇ ਵੀ ਸਿਰਫ ਮਨ ਪਰਚਾਵੇ ਦੀ ਵਸਤੂ ਹੀ ਸਮਝਿਆ ਜਾਂਦਾ ਹੈ। ਸਾਡੇ ਸਮਾਜ ਦੇ ਦਿਲੋ ਦਿਮਾਗ ਤੇ ਕਾਬਜ ਇਹ ਸੋਚ ਔਰਤਾਂ ਦੀ ਤਰੱਕੀ ਦੇ ਰਾਹ ਦੀ ਸਭ ਤੋਂ ਵੱਡੀ ਰੁਕਾਵਟ ਹੈ। ਸਮਾਜ ਦੀ ਇਹ ਨਾਂਹ ਪੱਖੀ ਸੋਚ ਉਲਟਾ ਸਾਡੀਆਂ ਬੱਚੀਆਂ ਵਿੱਚ ਹੀਣ ਭਾਵਨਾ ਦਾ ਪਸਾਰ ਕਰਦੀ ਹੈ ਅਤੇ ਉਹਨਾਂ ਨੂੰ ਖੁਦ ਨੂੰ ਮੁੰਡਿਆਂ ਤੋਂ ਘੱਟ ਹੋਣ ਦਾ ਅਹਿਸਾਸ ਦਿਵਾਉਂਦੀ ਹੈ।
ਹਾਲਾਂਕਿ ਹੁਣ ਅਗਾਂਹਵਧੂ ਵਿਚਾਰਾਂ ਵਾਲੇ ਲੋਕ ਕੁੜੀਆਂ ਦੀ ਲੋਹੜੀ ਮਣਾਉਣ ਲੱਗ ਗਏ ਹਨ ਅਤੇ ਅਤੇ ਸਮਾਜ ਸੇਵੀ ਸੰਸਥਾਵਾਂ ਵੀ ਇਸ ਖੇਤਰ ਵਿੱਚ ਅੱਗੇ ਆ ਕੇ ਕੰਮ ਕਰ ਰਹੀਆਂ ਹਨ, ਜਿਹਨਾਂ ਵਲੋਂ ਜਨਤਕ ਥਾਵਾਂ ਤੇ ਸਮਾਗਮ ਕਰਕੇ ਬਾਕਾਇਦਾ ਕੁੜੀਆਂ ਦੀ ਲੋਹੜੀ ਮਣਾਈ ਜਾਂਦੀ ਹੈ। ਸਾਡੇ ਸ਼ਹਿਰ ਵਿੱਚ ਵੀ ਪਿਛਲੇ ਕੁੱਝ ਦਿਨਾਂ ਤੋਂ ਵੱਖ ਵੱਖ ਥਾਵਾਂ ਤੇ ਅਜਿਹੇ ਸਮਾਗਮ ਆਯੋਜਿਤ ਹੋ ਰਹੇ ਹਨ ਪਰੰਤੂ ਜੇਕਰ ਪੇਂਡੂ ਖੇਤਰ ਵੱਲ ਨਿਗਾਹ ਮਾਰੀ ਜਾਵੇ ਤਾਂ ਜਿਆਦਾਤਰ ਪਿੰਡਾਂ ਵਿੱਚ ਹਾਲਾਤ ਪੁਰਾਣੇ ਸਮਿਆਂ ਵਾਲੇ ਹੀ ਹਨ ਜਿੱਥੇ ਲੋਹੜੀ ਮੌਕੇ ਨਵੇਂ ਜੰਮੇ ਮੁੰਡਿਆਂ ਦੀਆਂ ਤਾਂ ਘੋੜੀਆਂ ਗਾਈਆਂ ਜਾਂਦੀਆਂ ਹਨ ਪਰ ਕੁੜੀਆਂ ਦੀ ਕੋਈ ਬਾਤ ਨਹੀਂ ਪੁੱਛਦਾ।
ਅੱਜ ਲੋੜ ਹੈ ਕਿ ਲੋਕ ਆਪਣੀ ਇਸ ਮਾਨਸਿਕਤਾ ਵਿੱਚ ਤਬਦੀਲੀ ਲਿਆਉਣ ਅਤੇ ਕੁੜੀਆਂ ਨੂੰ ਵੀ ਮੁੰਡਿਆਂ ਦੇ ਬਰਾਬਰ ਪਿਆਰ ਅਤੇ ਮਾਨ ਸਨਮਾਨ ਦੇਣ। ਇਸ ਮਾਨਸਿਕਤਾ ਨੂੰ ਬਦਲਣ ਦੀ ਸ਼ੁਰੂਆਤ ਲੋਹੜੀ ਤੋਂ ਹੀ ਕੀਤੀ ਜਾਣੀ ਚਾਹੀਦੀ ਹੈ ਅਤੇ ਹਰ ਘਰ ਵਿੱਚ ਕੁੜੀਆਂ ਦੀ ਲੋਹੜੀ ਪੂਰੀ ਧੂਮ ਧਾਮ ਅਤੇ ਚਾਅ ਨਾਲ ਮਣਾਈ ਜਾਣੀ ਚਾਹੀਦੀ ਹੈ ਤਾਂ ਜੋ ਕੁੜੀਆਂ ਨੂੰ ਉਹਨਾਂ ਦਾ ਬਣਦਾ ਮਾਣ ਅਤੇ ਹਿੱਸੇਦਾਰੀ ਮਿਲੇ ਅਤੇ ਸਮਾਜ ਵਿੱਚ ਕੁੜੀਆਂ ਦੇ ਜਨਮ ਦੇ ਨਾਲ ਹੀ ਉਹਨਾਂ ਨਾਲ ਸ਼ੁਰੂ ਹੋ ਜਾਣ ਵਾਲੇ ਵਿਤਕਰੇ ਦੀ ਇਸ ਪ੍ਰਥਾ ਨੂੰ ਖਤਮ ਕੀਤਾ ਜਾ ਸਕੇ।
Editorial
ਕਿਸਾਨ ਜਥੇਬੰਦੀਆਂ ਵਿੱਚ ਏਕੇ ਨਾਲ ਕਿਸਾਨ ਅੰਦੋਲਨ ਦੇ ਮਜ਼ਬੂਤ ਹੋਣ ਦੇ ਆਸਾਰ ਬਣੇ
ਮੌਜੂਦਾ ਕਿਸਾਨ ਅੰਦੋਲਨ ਤੋਂ ਹੁਣ ਤਕ ਦੂਰ ਰਹੀਆਂ ਕੁਝ ਕਿਸਾਨ ਜਥੇਬੰਦੀਆਂ ਵੱਲੋਂ ਅੰਦੋਲਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ ਸੰਘਰਸ਼ ਦਾ ਸਮਰਥਨ ਕਰਨ ਦੇ ਐਲਾਨ ਨਾਲ ਹੁਣ ਤਮਾਮ ਕਿਸਾਨ ਜਥੇਬੰਦੀਆਂ ਵਿੱਚ ਏਕਤਾ ਹੋਣ ਦੇ ਆਸਾਰ ਬਣ ਗਏ ਹਨ। ਜੇਕਰ ਸੱਚਮੁੱਚ ਹੀ ਇਹਨਾਂ ਕਿਸਾਨ ਜਥੇਬੰਦੀਆਂ ਵਿੱਚ ਏਕਤਾ ਹੋ ਜਾਂਦੀ ਹੈ ਅਤੇ ਸਾਰੀਆਂ ਕਿਸਾਨ ਜਥੇਬੰਦੀਆਂ ਰਲ ਮਿਲ ਕੇ ਅੰਦੋਲਨ ਵਿੱਚ ਹਿੱਸਾ ਲੈਂਦੀਆਂ ਹਨ ਤਾਂ ਮੌਜੂਦਾ ਕਿਸਾਨ ਅੰਦੋਲਨ ਹੋਰ ਮਜਬੂੁਤ ਹੋ ਸਕਦਾ ਹੈ।
ਇਸ ਵੇਲੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਮਰਨ ਵਰਤ ਤੇ ਡਟੇ ਹੋਏ ਹਨ, ਉਹਨਾਂ ਦੇ ਮਰਨ ਵਰਤ ਨੂੰ ਡੇਢ ਮਹੀਨੇ ਤੋਂ ਵੱਧ ਸਮਾਂ ਹੋ ਗਿਆ ਹੈ। ਜਿਵੇਂ ਜਿਵੇਂ ਉਨ੍ਹਾਂ ਦਾ ਮਰਨ ਵਰਤ ਲੰਬਾ ਹੋ ਰਿਹਾ ਹੈ, ਆਮ ਲੋਕਾਂ ਵੱਲੋਂ ਕਿਸਾਨ ਮੋਰਚੇ ਨੂੰ ਸਮਰਥਣ ਮਿਲਣਾ ਵੀ ਸ਼ੁਰੂ ਹੋ ਗਿਆ ਹੈ। ਇਹ ਵੀ ਹੋ ਸਕਦਾ ਹੈ ਕਿ ਮਰਨ ਵਰਤ ਤੇ ਬੈਠੇ ਕਿਸਾਨ ਆਗੂ ਡੱਲੇਵਾਲ ਕਾਰਨ ਆਮ ਲੋਕਾਂ ਵਿੱਚ ਕਿਸਾਨ ਅੰਦੋਲਨ ਪ੍ਰਤੀ ਹਮਦਰਦੀ ਦੀ ਲਹਿਰ ਪੈਦਾ ਹੋ ਗਈ ਹੋਵੇ।
ਕਾਰਨ ਕੁਝ ਵੀ ਹੋਣ ਪਰ ਵੱਖ-ਵੱਖ ਕਿਸਾਨ ਜਥੇਬੰਦੀਆਂ ਵਿੱਚ ਏਕੇ ਦੀ ਲੋੜ ਲੰਬੇ ਸਮੇਂ ਤੋਂ ਮਹਿਸੂਸ ਹੋ ਰਹੀ ਸੀ। ਵੈਸੇ ਵੀ ਸਾਰੀਆਂ ਕਿਸਾਨ ਮਜਦੂਰ ਜਥੇਬੰਦੀਆਂ ਦੀਆਂ ਮੰਗਾਂ ਸਾਝੀਆਂ ਹਨ, ਇਸ ਦੇ ਬਾਵਜੂਦ ਇਹ ਕਿਸਾਨ ਜਥੇਬੰਦੀਆਂ ਸਾਂਝਾ ਸੰਘਰਸ਼ ਸ਼ੁਰੂ ਕਰਨ ਦੀ ਥਾਂ ਆਪੋ ਆਪਣੀ ਡਫਲੀ ਵਜਾ ਰਹੀਆਂ ਸਨ। ਓਪਰੀ ਮਨੋਂ ਭਾਵੇਂ ਸੀਨੀਅਰ ਕਿਸਾਨ ਆਗੂ ਏਕਤਾ ਦੀ ਗੱਲ ਕਰਦੇ ਸਨ ਪਰ ਇਸ ਸਬੰਧੀ ਅਮਲੀ ਰੂਪ ਵਿੱਚ ਕੁਝ ਨਹੀਂ ਸੀ ਕੀਤਾ ਜਾਂਦਾ ਜਿਸ ਕਰਕੇ ਕਿਸਾਨ ਜਥੇਬੰਦੀਆਂ ਵਿੱਚ ਏਕਤਾ ਦੀਆਂ ਗੱਲਾਂ ਹਵਾ ਹਵਾਈ ਹੀ ਜਾਂਦੀਆਂ ਸਨ।
ਅਸਲ ਵਿੱਚ ਕੁਝ ਕਿਸਾਨ ਆਗੂ ਇਹ ਚਾਹੁੰਦੇ ਸਨ ਕਿ ਦੂਜੀਆਂ ਕਿਸਾਨ ਜਥੇਬੰਦੀਆਂ ਦੇ ਆਗੂ ਉਹਨਾਂ ਦੇ ਮਗਰ ਲੱਗਣ ਜਾਂ ਉਹਨਾਂ ਅਨੁਸਾਰ ਸੰਘਰਸ਼ ਕਰਨ, ਜਦੋਂਕਿ ਦੂਜੀਆਂ ਕਿਸਾਨ ਜਥੇਬੰਦੀਆਂ ਦੇ ਆਗੂੁ ਚਾਹੁੰਦੇ ਸਨ ਕਿ ਸੰਘਰਸ਼ ਦੀ ਅਗਵਾਈ ਉਹ ਖੁਦ ਕਰਨ। ਇਸ ਤੋਂ ਇਲਾਵਾ ਆਪਸੀ ਹਉਮੈ ਵੀ ਕਿਸਾਨ ਆਗੂਆਂ ਦੀ ਏਕਤਾ ਵਿੱਚ ਅੜਿੱਕਾ ਬਣਦੀ ਰਹੀ। ਇਸ ਲਈ ਜੇ ਹੁਣ ਵੱਖ ਵੱਖ ਕਿਸਾਨ ਜਥੇਬੰਦੀਆਂ ਨੇ ਏਕਤਾ ਦਾ ਹੋਕਾ ਦਿਤਾ ਹੈ, ਤਾਂ ਇਸ ਦਾ ਸਵਾਗਤ ਕੀਤਾ ਜਾਣਾ ਚਾਹੀਦਾ ਹੈ।
ਕਿਸਾਨ ਜਥੇਬੰਦੀਆਂ ਵਿੱਚ ਆਪਸੀ ਫੁੱਟ ਕੇਂਦਰ ਸਰਕਾਰ ਨੂੰ ਬਹੁਤ ਫਾਇਦਾ ਦੇ ਰਹੀ ਸੀ। ਕੇਂਦਰੀ ਦੀ ਸੱਤਾਧਾਰੀ ਪਾਰਟੀ ਭਾਜਪਾ ਦੇ ਆਗੂੁ ਅਕਸਰ ਕਹਿ ਰਹੇ ਸਨ ਕਿ ਕੁਝ ਕਿਸਾਨ ਹੀ ਧਰਨੇ ਤੇ ਬੈਠੇ ਹਨ ਜਦੋਂ ਕਿ ਬਾਕੀ ਕਿਸਾਨ ਆਰਾਮ ਨਾਲ ਖੇਤੀ ਕਰ ਰਹੇ ਹਨ ਜਾਂ ਆਪਣੇ ਘਰਾਂ ਵਿੱਚ ਬੈਠੇ ਹਨ ਪਰੰਤੂ ਹੁਣ ਸਾਰੀਆਂ ਕਿਸਾਨ ਜਥੇਬੰਦੀਆਂ ਵੱਲੋਂ ਰਲ ਕੇ ਸੰਘਰਸ਼ ਕਰਨ ਦਾ ਐਲਾਨ ਕੀਤੇ ਜਾਣ ਨਾਲ ਭਾਜਪਾ ਆਗੂਆਂ ਨੂੰ ਵੀ ਹੁਣ ਸੋਚ ਸਮਝ ਕੇ ਬਿਆਨਬਾਜੀ ਕਰਨੀ ਪਵੇਗੀ ਅਤੇ ਕਿਸਾਨ ਅੰਦੋਲਨ ਵਿੱਚ ਸ਼ਾਮਲ ਲੋਕਾਂ ਦੀ ਗਿਣਤੀ ਵੀ ਵੱਧ ਜਾਵੇਗੀ, ਜਿਸ ਕਾਰਨ ਕਿਸਾਨ ਅੰਦੋਲਨ ਹੋਰ ਮਜਬੂਤ ਹੋਣ ਦੇ ਆਸਾਰ ਹਨ।
ਕੇਂਦਰ ਸਰਕਾਰ ਦੇ ਪੱਖੀ ਸਮਝੇ ਜਾਂਦੇ ਟੀ ਵੀ ਚੈਨਲਾਂ ਅਤੇ ਮੀਡੀਆ ਵੱਲੋਂ ਅਜਿਹੀਆਂ ਰਿਪੋਰਟਾਂ ਅਕਸਰ ਦਿਖਾਈਆਂ ਤੇ ਛਾਪੀਆਂ ਜਾਂਦੀਆਂ ਹਨ, ਜਿਹਨਾਂ ਵਿੱਚ ਕਿਹਾ ਜਾਂਦਾ ਹੈ ਕਿ ਕੇਂਦਰ ਸਰਕਾਰ ਦੇਸ਼ ਦੇ ਕਿਸਾਨਾਂ ਲਈ ਬਹੁਤ ਕੁਝ ਕਰ ਰਹੀ ਹੈ ਅਤੇ ਕੁਝ ਕਿਸਾਨ ਹੀ ਸਿਆਸੀ ਹਿੱਤਾਂ ਤੋਂ ਪ੍ਰੇਰਿਤ ਹੋ ਕੇ ਧਰਨੇ ਆਦਿ ਦੇ ਰਹੇ ਹਨ। ਇਹਨਾਂ ਰਿਪੋਰਟਾਂ ਵਿੱਚ ਇਹ ਵੀ ਕਿਹਾ ਜਾਂਦਾ ਹੈ ਕਿ ਕਿਸਾਨ ਅਕਸਰ ਏ ਸੀ ਗੱਡੀਆਂ ਵਿੱਚ ਘੁੰਮਦੇ ਹਨ ਅਤੇ ਬਰਾਂਡਿਡ ਕਪੜੇ ਪਾਉਂਦੇ ਹਨ।
ਜੇ ਇਹਨਾਂ ਰਿਪੋਰਟਾਂ ਨੂੰ ਸਹੀ ਮੰਨ ਲਿਆ ਜਾਵੇ ਤਾਂ ਫਿਰ ਜਿਹੜੇ ਕਿਸਾਨ ਆਤਮ ਹਤਿਆਵਾਂ ਕਰ ਰਹੇ ਹਨ ਤਾਂ ਉਹ ਕਿਸਾਨ ਕਿਹੜੇ ਹਨ। ਵੱਡੀ ਗਿਣਤੀ ਕਿਸਾਨਾਂ ਸਿਰ ਕਰਜਾ ਚੜਿਆ ਹੋਇਆ ਹੈ, ਜਿਸ ਕਾਰਨ ਵੱਡੀ ਗਿਣਤੀ ਕਿਸਾਨ ਆੜਤੀਆਂ ਜਾਂ ਬੈਂਕਾਂ ਦੇ ਕਰਜਾਈ ਹਨ। ਇਥੋਂ ਤਕ ਕਿ ਵੱਡੀ ਗਿਣਤੀ ਕਿਸਾਨਾਂ ਨੂੰ ਆਪਣੇ ਬੱਚਿਆਂ ਦੇ ਵਿਆਹ ਵੀ ਕਰਜੇ ਲੈ ਕੇ ਕਰਨੇ ਪੈਂਦੇ ਹਨ। ਇਸ ਤੋਂ ਇਲਾਵਾ ਵੱਡੀ ਗਿਣਤੀ ਕਿਸਾਨ ਕਰਜਾ ਲੈ ਕੇ ਹੀ ਆਪਣੇ ਬੱਚਿਆਂ ਨੂੰ ਉਚੇਰੀ ਸਿੱਖਿਆ ਪ੍ਰਾਪਤ ਕਰਨ ਲਈ ਵਿਦੇਸ਼ ਭੇਜ ਰਹੇ ਹਨ। ਕਿਸਾਨਾਂ ਸਿਰ ਕਰਜਾ ਦਿਨੋਂ ਦਿਨ ਵੱਧਦਾ ਜਾ ਰਿਹਾ ਹੈ।
ਇਸ ਦੌਰਾਨ ਭਾਰਤ ਮਾਲਾ ਪ੍ਰੋਜੈਕਟ ਅਤੇ ਹੋਰ ਪ੍ਰੋਜੈਕਟਾਂ ਰਾਹੀਂ ਕਿਸਾਨਾਂ ਦੀਆਂ ਉਪਜਾਊ ਜ਼ਮੀਨਾਂ ਨੂੰ ਸਰਕਾਰ ਜਬਰੀ ਲਿਆ ਜਾ ਰਿਹਾ ਹੈ। ਕਿਸਾਨ ਆਗੂ ਕਹਿੰਦੇ ਹਨ ਕਿ ਜਿਹੜੇ ਪ੍ਰੋਜੈਕਟਾਂ ਲਈ ਵਿਦੇਸ਼ਾਂ ਵਿੱਚ ਜੰਗਲਾਂ ਦੀਆਂ ਜ਼ਮੀਨਾਂ ਦੀ ਵਰਤੋ ਕੀਤੀ ਜਾਂਦੀ ਹੈ, ਉਹਨਾਂ ਪ੍ਰੋਜੈਕਟਾਂ ਲਈ ਪੰਜਾਬ ਵਿੱਚ ਕਿਸਾਨਾਂ ਦੀਆਂ ਉਪਜਾਊ ਜ਼ਮੀਨਾਂ ਵਰਤਣ ਦੀ ਖੇਡ ਖੇਡੀ ਜਾ ਰਹੀ ਹੈ। ਕਿਸਾਨ ਆਗੂ ਇਹ ਵੀ ਦੋਸ਼ ਲਗਾਉਂਦੇ ਹਨ ਕਿ ਕੇਂਦਰ ਸਰਕਾਰ ਅਸਲ ਵਿੱਚ ਕਿਸਾਨਾਂ ਤੋਂ ਜ਼ਮੀਨਾਂ ਲੈ ਕੇ ਕਾਰਪੋਰੇਟ ਨੂੰ ਦੇ ਰਹੀ ਹੈ ਅਤੇ ਇਹ ਵੱਡੇ ਸਨਅਤੀ ਘਰਾਣੇ ਕਿਸਾਨਾਂ ਨੂੰ ਬੇਜ਼ਮੀਨ ਕਰਕੇ ਆਪਣੇ ਸਮਾਨ ਨੂੰ ਮਨ ਮਰਜੀ ਦੇ ਭਾਅ ਵੇਚ ਕੇ ਮੋਟੀ ਕਮਾਈ ਕਰਨਗੇ।
ਕਿਸਾਨਾਂ ਦੀਆਂ ਮੁੱਖ ਮੰਗਾਂ ਦੀ ਗਿਣਤੀ ਜ਼ਿਆਦਾ ਨਹੀਂ ਹੈ, ਇਹਨਾ ਮੰਗਾਂ ਬਾਰੇ ਪਹਿਲਾਂ ਹੀ ਬਹੁਤ ਚਰਚਾ ਹੋ ਚੁੱਕੀ ਹੈ ਪਰ ਕੇਂਦਰ ਸਰਕਾਰ ਇਹ ਮੰਗਾਂ ਮੰਨਣ ਤੋਂ ਹਿਚਕਿਚਾ ਰਹੀ ਹੈ। ਕੇਂਦਰ ਸਰਕਾਰ ਵਲੋਂ ਅਜਿਹਾ ਕਿਉਂ ਕੀਤਾ ਜਾ ਰਿਹਾ ਹੈ, ਇਸ ਦਾ ਪਤਾ ਤਾਂ ਕੇਂਦਰ ਸਰਕਾਰ ਨੂੰ ਹੀ ਹੋਣਾ ਹੈ, ਪਰੰਤੂ ਕਿਸਾਨ ਆਗੂ ਦੋਸ਼ ਲਗਾ ਰਹੇ ਹਨ ਕਿ ਕੇਂਦਰ ਸਰਕਾਰ ਤਾਂ ਪਹਿਲਾਂ ਤੋਂ ਮੰਨੀਆਂ ਹੋਈਆਂ ਮੰਗਾਂ ਨੂੰ ਵੀ ਲਾਗੂ ਨਹੀਂ ਕਰ ਰਹੀ, ਜਿਸ ਕਾਰਨ ਹੀ ਕਿਸਾਨ ਆਪਣੇ ਘਰ ਛੱਡ ਕੇ ਧਰਨੇ ਵਿੱਚ ਬੈਠੇ ਹਨ।
ਹੁਣ ਵੱਖ- ਵੱਖ ਕਿਸਾਨ ਜਥੇਬੰਦੀਆਂ ਦੇ ਏਕਤਾ ਕਰਨ ਨਾਲ ਹੋ ਸਕਦਾ ਹੈ ਕਿ ਕਿਸਾਨ ਅੰਦੋਲਨ ਮਜਬੂਤ ਹੋ ਜਾਵੇ ਅਤੇ ਉਹਨਾਂ ਨੂੰ ਦਿੱਲੀ ਜਾਣ ਦਾ ਕੋਈ ਰਸਤਾ ਮਿਲ ਜਾਵੇ।
ਬਿਊਰੋ
Editorial
ਆਮ ਲੋਕਾਂ ਨੂੰ ਲਗਾਤਾਰ ਵੱਧਦੀ ਮਹਿੰਗਾਈ ਤੋਂ ਰਾਹਤ ਦੇਣਾ ਸਰਕਾਰ ਦੀ ਜਿੰਮੇਵਾਰੀ
ਪਿਛਲੇ ਕਈ ਸਾਲਾਂ ਤੋਂ ਲਗਾਤਾਰ ਵੱਧਦੀ ਮਹਿੰਗਾਈ ਸਾਡੇ ਦੇਸ਼ ਦੀ ਸਭ ਤੋਂ ਅਹਿਮ ਸਮੱਸਿਆ ਬਣੀ ਹੋਈ ਹੈ ਅਤੇ ਸਰਕਾਰ ਦੇ ਲੱਖ ਦਾਅਵਿਆਂ ਦੇ ਬਾਵਜੂਦ ਇਹ ਲਗਾਤਾਰ ਵੱਧਦੀ ਰਹੀ ਹੈ। ਇਸ ਵੇਲੇ ਹਾਲਾਤ ਇਹ ਹਨ ਕਿ ਲੋਕਾਂ ਦੀ ਰੋਜਾਨਾ ਜਰੂਰਤ ਦਾ ਜਿਆਦਾਤਰ ਸਾਮਾਨ ਲਗਾਤਾਰ ਮਹਿੰਗਾ ਅਤੇ ਹੋਰ ਮਹਿੰਗਾ ਹੋ ਰਿਹਾ ਹੈ ਜਿਸ ਕਾਰਨ ਲੋਕਾਂ ਨੂੰ ਰੋਜਾਨਾ ਵਰਤੋਂ ਦੇ ਜਰੂਰੀ ਸਾਮਾਨ ਤੇ ਬਹੁਤ ਜਿਆਦਾ ਰਕਮ ਖਰਚ ਕਰਨੀ ਪੈ ਰਹੀ ਹੈ ਪਰੰਤੂ ਉਹਨਾਂ ਦੀ ਕਮਾਈ ਵਿੱਚ ਲੋੜੀਂਦਾ ਵਾਧਾ ਨਾ ਹੋਣ ਕਾਰਨ ਲਗਾਤਾਰ ਵੱਧਦੀ ਮਹਿੰਗਾਈ ਨੇ ਆਮ ਆਦਮੀ ਦਾ ਜੀਣਾ ਹਰਾਮ ਕਰਕੇ ਰੱਖ ਦਿੱਤਾ ਹੈ ਅਤੇ ਜਨਤਾ ਨੂੰ ਮਹਿੰਗਾਈ ਦੀ ਭਾਰੀ ਮਾਰ ਝੱਲਣੀ ਪੈ ਰਹੀ ਹੈ।
ਕੇਂਦਰ ਸਰਕਾਰ ਵਲੋਂ ਲਗਾਤਾਰ ਵੱਧਦੀ ਮਹਿੰਗਾਈ ਦੀ ਇਸ ਸਮੱਸਿਆ ਤੇ ਕਾਬੂ ਕਰਨ ਲਈ ਕਾਰਵਾਈ ਕਰਨ ਦੇ ਲੰਬੇ ਚੌੜੇ ਦਾਅਵੇ ਤਾਂ ਕੀਤੇ ਜਾਂਦੇ ਹਨ ਪਰੰਤੂ ਆਮ ਆਦਮੀ ਨੂੰ ਸਰਕਾਰ ਦੇ ਅੰਕੜਿਆਂ ਅਨੁਸਾਰ ਮਹਿੰਗਾਈ ਵਿੱਚ ਹੋਈ ਕਿਸੇ ਤਰ੍ਹਾਂ ਦੀ ਕਟੌਤੀ ਕਿਤੇ ਨਜਰ ਨਹੀਂ ਆਉਂਦੀ ਅਤੇ ਲੋਕਾਂ ਦੀ ਆਮ ਵਰਤੋਂ ਵਿੱਚ ਆਉਣ ਵਾਲੇ ਹਰ ਛੋਟੇ ਵੱਡੇ ਸਾਮਾਨ ਜਿਵੇਂ ਕਿਤਾਬਾਂ, ਦਵਾਈਆਂ, ਕਪੜੇ, ਮਿਠਾਈਆਂ, ਮਕਾਨ ਉਸਾਰੀ ਦੇ ਸਮਾਨ ਸਮੇਤ ਅਤੇ ਹਰ ਤਰ੍ਹਾਂ ਦੇ ਸਾਮਾਨ ਦੀ ਕੀਮਤ ਲਗਾਤਾਰ ਵੱਧਦੀ ਜਾ ਰਹੀ ਹੈ। ਮਹਿੰਗਾਈ ਦਰ ਤੇ ਕਾਬੂ ਕਰਨ ਦੇ ਸਰਕਾਰ ਦੇ ਦਾਅਵਿਆਂ ਦੇ ਬਾਵਜੂਦ ਨਾ ਤਾਂ ਸਬਜੀਆਂ ਅਤੇ ਫਲ ਦੇ ਦਾਮ ਘੱਟ ਹੋਏ ਹਨ ਅਤੇ ਨਾ ਹੀ ਰਾਸ਼ਨ ਦਾ ਸਾਮਾਨ ਸਸਤਾ ਹੋਇਆ ਹੈ ਜਿਸ ਕਾਰਣ ਆਮ ਆਦਮੀ ਲਈ ਗੁਜਾਰਾ ਚਲਾਉਣਾ ਤਕ ਔਖਾ ਹੁੰਦਾ ਜਾ ਰਿਹਾ ਹੈ।
ਲਗਾਤਾਰ ਵੱਧਦੀ ਮਹਿੰਗਾਈ ਦੀ ਇਸ ਸਮੱਸਿਆ ਤੋਂ ਰਾਹਤ ਹਾਸਿਲ ਕਰਨ ਲਈ ਆਮ ਲੋਕ ਸਰਕਾਰ ਦਾ ਮੂੰਹ ਵੇਖਦੇ ਹਨ ਪਰੰਤੂ ਸਰਕਾਰ ਵਲੋਂ ਆਮ ਲੋਕਾਂ ਨੂੰਕੋਈ ਰਾਹਤ ਦੇਣੀ ਤਾਂ ਦੂਰ ਉਲਟਾ ਪੈਟਰੋਲ ਅਤੇ ਡੀਜਲ ਉੱਪਰ ਲਗਾਏ ਜਾਣ ਵਾਲੇ ਭਾਰੀ ਭਰਕਮ ਟੈਕਸਾਂ ਕਾਰਨ ਮਹਿੰਗਾਈ ਹੋਰ ਵੀ ਜਿਆਦਾ ਵੱਧਦੀ ਹੈ। ਸਰਕਾਰ ਦੇ ਇਹਨਾਂ ਟੈਕਸਾਂ ਕਾਰਨ ਪੈਟਰੋਲ ਅਤੇ ਡੀਜਲ ਦੀ ਕੀਮਤ ਬਹੁਤ ਜਿਆਦਾ ਵੱਧ ਜਾਂਦੀ ਹੈ ਜਿਸ ਕਾਰਨ ਸਾਮਾਨ ਦੀ ਢੋਆ ਢੁਆਈ ਸਮੇਤ ਹਰ ਤਰ੍ਹਾਂ ਦੇ ਖਰਚੇ ਕਾਫੀ ਜਿਆਦਾ ਵੱਧਦੇ ਹਨ ਅਤੇ ਆਮ ਲੋਕਾਂ ਦੀ ਜਰੂਰਤ ਦਾ ਸਾਮਾਨ ਹੋਰ ਵੀ ਮਹਿੰਗਾ ਹੋ ਜਾਂਦਾ ਹੈ ਅਤੇ ਇਸ ਕਾਰਨ ਆਮ ਲੋਕਾਂ ਨੂੰ ਦੋਹਰੀ ਮਾਰ ਝੱਲਣੀ ਪੈ ਰਹੀ ਹੈ। ਇੱਕ ਪਾਸੇ ਤਾਂ ਉਹਨਾਂ ਨੂੰ ਪੈਟਰੋਲ ਅਤੇ ਡੀਜਲ ਤੇ ਲੱਗਦੇ ਇਸ ਭਾਰੀ ਟੈਕਸ ਕਾਰਨ ਆਪਣੇ ਵਾਹਨਾਂ ਲਈ ਮਹਿੰਗਾ ਪੈਟਰੋਲ ਡੀਜਲ ਖਰੀਦਣਾ ਪੈਂਦਾ ਹੈ ਅਤੇ ਦੂਜੇ ਪਾਸੇ ਇਸ ਕਾਰਨ ਮਹਿੰਗਾਈ ਵਿੱਚ ਹੋਣ ਵਾਲਾ ਵਾਧਾ ਉਹਨਾਂ ਦਾ ਕਚੂਮਰ ਕੱਢਦਾ ਰਹਿੰਦਾ ਹੈ।
ਤਰਾਸਦੀ ਇਹ ਵੀ ਹੈ ਕਿ ਜੇਕਰ ਸਰਕਾਰ ਦੇ ਅੰਕੜਿਆਂ ਅਨੁਸਾਰ ਲੋਕਾਂ ਦੀ ਨਿੱਤ ਵਰਤੋਂ ਵਿੱਚ ਆਉਣ ਵਾਲੀਆਂ ਵਸਤੂਆਂ ਦੀ ਥੋਕ ਕੀਮਤ ਵਿੱਚ ਕੁੱਝ ਕਮੀ ਆਹੁੰਦੀ ਵੀ ਹੈ ਤਾਂ ਵੀ ਪਰਚੂਨ ਦੁਕਾਨਦਾਰ ਇਹਨਾਂ ਵਸਤੂਆਂ ਦੇ ਦਾਮ ਘਟਾਉਣ ਦੀ ਥਾਂ ਆਪਣਾ ਮੁਨਾਫਾ ਵਧਾ ਲੈਂਦੇ ਹਨ ਅਤੇ ਆਮ ਲੋਕਾਂ ਨੂੰ ਕੋਈ ਰਾਹਤ ਨਹੀਂ ਮਿਲਦੀ। ਮੁਨਾਫਾਖੋਰੀ ਦੀ ਇਸ ਹੋੜ ਵਿੱਚ ਉਹ ਤਮਾਮ ਵੱਡੀਆਂ ਕੰਪਨੀਆਂ ਵੀ ਸ਼ਾਮਿਲ ਹੁੰਦੀਆਂ ਹਨ, ਜਿਹਨਾਂ ਵਲੋਂ ਆਮ ਲੋਕਾਂ ਦੀ ਲੋੜ ਦਾ ਛੋਟਾ ਵੱਡਾ ਸਾਮਾਨ ਪੈਕ ਕਰਕੇ ਵੇਚਿਆ ਜਾਂਦਾ ਹੈ। ਥੋਕ ਬਾਜਾਰ ਵਿੱਚ ਕੀਮਤਾਂ ਘਟਣ ਨਾਲ ਭਾਵੇਂ ਇਹਨਾਂ ਕੰਪਨੀਆਂ ਵਲੋਂ ਤਿਆਰ ਕੀਤੇ ਜਾਣ ਵਾਲੇ ਸਾਮਾਨ ਦੀ ਲਾਗਤ ਵੀ ਘੱਟ ਜਾਂਦੀ ਹੈ ਪਰੰਤੂ ਉਹਨਾਂ ਵਲੋਂ ਸਾਮਾਨ ਦੀ ਕੀਮਤ ਵਿੱਚ ਕੋਈ ਕਟੌਤੀ ਨਹੀਂ ਕੀਤੀ ਜਾਂਦੀ ਜਿਸ ਕਾਰਨ ਆਮ ਲੋਕਾਂ ਨੂੰ ਮਹਿੰਗਾਈ ਦੀ ਮਾਰ ਤੋਂ ਕੋਈ ਰਾਹਤ ਨਹੀਂ ਮਿਲਦੀ।
ਆਪਣੀ ਜਨਤਾ ਨੂੰ ਲਗਾਤਾਰ ਵੱਧਦੀ ਮਹਿੰਗਾਈ ਦੀ ਇਸ ਸਮੱਸਿਆ ਤੋਂ ਰਾਹਤ ਦੇਣਾ ਸਰਕਾਰ ਦੀ ਜਿੰਮੇਵਾਰੀ ਹੈ ਅਤੇ ਇਸ ਵਾਸਤੇ ਸਰਕਾਰ ਵਲੋਂ ਲੋੜੀਂਦੇ ਕਦਮ ਚੁੱਕੇ ਜਾਣ ਚਾਹੀਦੇ ਹਨ। ਇਸ ਕਾਰਵਾਈ ਦੇ ਤਹਿਤ ਜਿੱਥੇ ਪੈਟਰੋਲ ਅਤੇ ਡੀਜਲ ਤੇ ਲਗਾਏ ਜਾਣ ਵਾਲੇ ਟੈਕਸਾਂ ਨੂੰ ਘੱਟ ਕੀਤਾ ਜਾਣਾ ਚਾਹੀਦਾ ਹੈ, ਉੱਥੇ ਨਾਲ ਨਾਲ ਆਮ ਆਦਮੀ ਨੂੰ ਰਾਹਤ ਦੇਣ ਲਈ ਹਰ ਤਰ੍ਹਾਂ ਦੇ ਸਾਮਾਨ ਦੀਆਂ ਖੁਦਰਾ ਕੀਮਤਾਂ ਵੀ ਤੈਅ ਕੀਤੀਆਂ ਜਾਣੀਆਂ ਚਾਹੀਦੀਆਂ ਹਨ। ਸਰਕਾਰ ਵਲੋਂ ਪਰਚੂਨ ਦੁਕਾਨਦਾਰਾਂ ਲਈ ਵੀ ਇਹ ਜਰੂਰੀ ਕੀਤਾ ਜਾਣਾ ਚਾਹੀਦਾ ਹੈ ਕਿ ਉਹ ਸਰਕਾਰ ਵਲੋਂ ਤੈਅ ਕੀਤੀਆਂ ਗਈਆਂ ਜਰੂਰੀ ਸਾਮਾਨ ਦੀਆਂ ਦਰਾਂ ਦੀ ਸੂਚੀ ਵਾਲਾ ਬੋਰਡ ਲਗਾ ਕੇ ਰੱਖਣ। ਇਸਦੇ ਨਾਲ ਨਾਲ ਸਰਕਾਰ ਵਲੋਂ ਆਮ ਜਨਤਾ ਨੂੰ ਵਾਜਿਬ ਕੀਮਤ ਤੇ ਜਰੂਰੀ ਵਸਤੂਆਂ ਮੁਹਈਆ ਕਰਵਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ ਅਤੇ ਇਸ ਲਈ ਸੁਪਰ ਬਾਜਾਰ ਵਾਂਗ ਵਿਸ਼ੇਸ਼ ਦੁਕਾਨਾਂ ਖੋਲ੍ਹ ਕੇ ਜਨਤਾ ਨੂੰ ਜਰੂਰੀ ਸਾਮਾਨ ਮੁਹਈਆ ਕਰਵਾਇਆ ਜਾਣਾ ਚਾਹੀਦਾ ਹੈ। ਆਮ ਲੋਕਾਂ ਨੂੰ ਤਾਂ ਮਹਿੰਗਾਈ ਤੋਂ ਰਾਹਤ ਤਾਂ ਹੀ ਮਿਲੇਗੀ ਜੇਕਰ ਉਹਨਾਂ ਨੂੰ ਆਪਣੀ ਲੋੜ ਦਾ ਸਾਮਾਨ ਸਸਤੀ ਕੀਮਤ ਤੇ ਮਿਲੇਗਾ ਅਤੇ ਅਜਿਹਾ ਯਕੀਨੀ ਕਰਨ ਲਈ ਸਰਕਾਰ ਵਲੋਂ ਤੁਰੰਤ ਲੋੜੀਂਦੇ ਕਦਮ ਚੁੱਕੇ ਜਾਣੇ ਚਾਹੀਦੇ ਹਨ।
-
International2 months ago
ਭਾਰਤ ਦੀ ਆਸਟਰੇਲੀਆ ਵਿੱਚ ਆਸਟਰੇਲੀਆ ਤੇ ਸਭ ਤੋਂ ਵੱਡ ਜਿੱਤ
-
National2 months ago
ਸੰਭਲ ਹਿੰਸਾ ਵਿੱਚ 5 ਮੌਤਾਂ ਤੋਂ ਬਾਅਦ ਇੰਟਰਨੈਟ-ਸਕੂਲ ਬੰਦ, 5 ਦਿਨਾਂ ਲਈ ਬਾਹਰੀ ਲੋਕਾਂ ਦੇ ਦਾਖ਼ਲੇ ਤੇ ਪਾਬੰਦੀ
-
Mohali2 months ago
ਅਨੁਸੂਚਿਤ ਜਾਤੀ ਦੀਆਂ ਮੁਸ਼ਕਿਲਾਂ ਨੂੰ ਲੈ ਕੇ ਐਸਸੀ ਬੀਸੀ ਮੋਰਚੇ ਦੇ ਆਗੂਆਂ ਦਾ ਵਫਦ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਮਿਲਿਆ
-
Horscope2 months ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
-
National2 months ago
ਏਕਨਾਥ ਸ਼ਿੰਦੇ ਵੱਲੋਂ ਦਿੱਤਾ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ
-
Mohali1 month ago
ਮੁਹਾਲੀ ਪੁਲੀਸ ਵੱਲੋਂ 150 ਗ੍ਰਾਮ ਹੈਰੋਇਨ ਸਮੇਤ 1 ਸਮਗਲਰ ਕਾਬੂ
-
Horscope2 months ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
-
Mohali2 months ago
ਪੰਜਾਬ ਨੂੰ ਸਵੈਇੱਛਤ ਖ਼ੂਨਦਾਨ ਵਿੱਚ ਤੀਜਾ ਰਾਸ਼ਟਰੀ ਰੈਂਕ ਹਾਸਲ ਹੋਣ ਨਾਲ ਸੂਬੇ ਦਾ ਮਨੋਬਲ ਉੱਚਾ ਹੋਇਆ : ਡਾ. ਬਲਬੀਰ ਸਿੰਘ