National
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਸਾਲ 2024-25 ਦਾ ਬਜਟ ਪੇਸ਼
ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦੇ ਪਹਿਲੇ ਬਜਟ ਵਿੱਚ ਕਈ ਯੋਜਨਾਵਾਂ ਦਾ ਐਲਾਨ
ਨਵੀਂ ਦਿੱਲੀ, 23 ਜੁਲਾਈ (ਸ.ਬ.) ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਲੋਕ ਸਭਾ ਵਿੱਚ ਮੋਦੀ ਸਰਕਾਰ 3.0 ਦਾ ਪਹਿਲਾ ਅਤੇ ਆਪਣਾ ਲਗਾਤਾਰ 7ਵਾਂ ਬਜਟ ਪੇਸ਼ ਕੀਤਾ। ਵਿੱਤ ਮੰਤਰੀ ਨੇ ਕਿਹਾ ਕਿ ਬਜਟ ਵਿਚ ਸਰਕਾਰ ਵਲੋਂ ਨੌਜਵਾਨਾਂ, ਔਰਤਾਂ ਅਤੇ ਕਿਸਾਨਾਂ ਦੇ ਹਿੱਤਾਂ ਦਾ ਖਾਸ ਧਿਆਨ ਰੱਖਿਆ ਗਿਆ ਹੈ। ਉਹਨਾਂ ਐਲਾਨ ਕੀਤਾ ਕਿ ਸਰਕਾਰ ਘਰੇਲੂ ਸੰਸਥਾਵਾਂ ਵਿਚ ਉੱਚ ਸਿੱਖਿਆ ਲਈ 10 ਲੱਖ ਰੁਪਏ ਤੱਕ ਦੇ ਕਰਜ਼ੇ ਲਈ ਵਿੱਤੀ ਸਹਾਇਤਾ ਪ੍ਰਦਾਨ ਕਰੇਗੀ। ਉਨ੍ਹਾਂ ਕਿਹਾ ਕਿ ਇਸ ਮੰਤਵ ਲਈ ਹਰ ਸਾਲ ਇਕ ਲੱਖ ਵਿਦਿਆਰਥੀਆਂ ਨੂੰ ਸਿੱਧੇ ਈ-ਵਾਉਚਰ ਦਿੱਤੇ ਜਾਣਗੇ, ਜਿਸ ਵਿਚ ਕਰਜ਼ੇ ਦੀ ਰਕਮ ਦਾ ਤਿੰਨ ਫੀਸਦੀ ਵਿਆਜ ਸਬਸਿਡੀ ਵੀ ਦਿੱਤੀ ਜਾਵੇਗੀ।
ਵਿੱਤ ਮੰਤਰੀ ਵਲੋਂ ਹੁਨਰ ਵਿਕਾਸ ਖੇਤਰ ਲਈ ਕਈ ਐਲਾਨ ਕੀਤੇ ਗਏ ਹਨ ਜਿਹਨਾਂ ਵਿੱਚ 1,000 ਉਦਯੋਗਿਕ ਸਿਖਲਾਈ ਸੰਸਥਾਵਾਂ (ਆਈ. ਟੀ. ਆਈ.) ਨੂੰ ‘ਹੱਬ ਅਤੇ ਸਪੋਕ ਮਾਡਲ’ ਵਿਚ ਅਪਗ੍ਰੇਡ ਕਰਨਾ, ਉਦਯੋਗਾਂ ਦੀਆਂ ਹੁਨਰ ਲੋੜਾਂ ਨਾਲ ਪਾਠਕ੍ਰਮ ਸਮੱਗਰੀ ਨੂੰ ਇਕਸਾਰ ਕਰਨਾ ਅਤੇ ਮਾਡਲ ਹੁਨਰ ਕਰਜ਼ਾ ਯੋਜਨਾ ਵਿਚ ਸੋਧ ਕਰਨਾ ਸ਼ਾਮਲ ਹੈ। ਉਹਨਾਂ 1 ਕਰੋੜ ਨੌਜਵਾਨਾਂ ਨੂੰ 5000 ਰੁਪਏ ਪ੍ਰਤੀ ਮਹੀਨਾ ਭੱਤੇ ਨਾਲ 500 ਕੰਪਨੀਆਂ ਵਿੱਚ ਇੰਟਰਨਸ਼ਿਪ ਪ੍ਰੋਗਰਾਮ ਦਾ ਐਲਾਨ ਵੀ ਕੀਤਾ।
ਉਹਨਾਂ ਕਿਹਾ ਕਿ ਸਰਕਾਰ ਨੌਜਵਾਨਾਂ ਲਈ ਰੁਜ਼ਗਾਰ ਨਾਲ ਜੁੜੀਆਂ ਤਿੰਨ ਯੋਜਨਾਵਾਂ ਲਾਂਚ ਕਰੇਗੀ। ਇਹ ਯੋਜਨਾਵਾਂ ਕਰਮਚਾਰੀ ਭਵਿੱਖ ਨਿਧੀ ਸੰਗਠਨ (ਈ ਪੀ ਐਫ ਓ) ਵਿੱਚ ਨਾਮਾਂਕਣ ਤੇ ਅਧਾਰਤ ਹੋਣਗੀਆਂ। ਪਹਿਲੀ ਸਕੀਮ ਤਹਿਤ ਸਾਰੇ ਖੇਤਰਾਂ ਵਿੱਚ ਕੰਮ ਕਰਨ ਵਾਲਿਆਂ ਨੂੰ ਇੱਕ ਮਹੀਨੇ ਦੀ ਤਨਖਾਹ ਦਿੱਤੀ ਜਾਵੇਗੀ। ਦੂਜੀ ਸਕੀਮ ਨਿਰਮਾਣ ਖੇਤਰ ਵਿੱਚ ਵਾਧੂ ਰੁਜ਼ਗਾਰ ਨੂੰ ਉਤਸ਼ਾਹਿਤ ਕਰੇਗੀ ਜਿਸ ਵਿੱਚ ਪਹਿਲੀ ਵਾਰ ਕੰਮ ਕਰਨ ਵਾਲੇ ਕਾਮਿਆਂ ਦੇ ਰੁਜ਼ਗਾਰ ਨਾਲ ਜੁੜੇ ਨਿਰਮਾਣ ਖ਼ੇਤਰ ਵਿਚ ਵਾਧੂ ਰੁਜ਼ਗਾਰ ਨੂੰ ਉਤਸ਼ਾਹਿਤ ਕਰੇਗੀ। ਤੀਜੀ ਯੋਜਨਾ ਤਹਿਤ ਸਾਰੇ ਖੇਤਰਾਂ ਵਿੱਚ ਵਾਧੂ ਰੁਜ਼ਗਾਰ ਨੂੰ ਲਿਆ ਜਾਵੇਗਾ। ਉਹਨਾਂ ਕਿਹਾ ਕਿ 1 ਲੱਖ ਰੁਪਏ ਤੱਕ ਦੀ ਮਾਸਿਕ ਤਨਖਾਹ ਦੇ ਤਹਿਤ ਸਾਰੇ ਵਾਧੂ ਰੁਜ਼ਗਾਰ ਨੂੰ ਗਿਣਿਆ ਜਾਵੇਗਾ। ਸੀਤਾਰਮਨ ਨੇ ਕਿਹਾ ਕਿ ਸਰਕਾਰ ਹਰੇਕ ਵਾਧੂ ਕਰਮਚਾਰੀ ਲਈ ਈ ਪੀ ਐੱਫ ਓ ਯੋਗਦਾਨ ਵਜੋਂ ਦੋ ਸਾਲਾਂ ਲਈ ਮਾਲਕਾਂ ਨੂੰ 3,000 ਰੁਪਏ ਪ੍ਰਤੀ ਮਹੀਨਾ ਤੱਕ ਦੀ ਅਦਾਇਗੀ ਕਰੇਗੀ। ਉਹਨਾਂ ਇਹ ਵੀ ਐਲਾਨ ਕੀਤਾ ਕਿ ਕੰਮਕਾਜੀ ਔਰਤਾਂ ਲਈ ਦੇਸ਼ ਵਿੱਚ ਹੋਸਟਲ ਬਣਾਏ ਜਾਣਗੇ।
ਵਿੱਤ ਮੰਤਰੀ ਨੇ ਸੈਲਰੀਡ ਕਲਾਸ ਲਈ ਰਾਹਤ ਦਾ ਐਲਾਨ ਕਰਦਿਆਂ ਕਿਹਾ ਕਿ ਨਵੇਂ ਟੈਕਸ ਰਿਜੀਮ ਤਹਿਤ 7.75 ਲੱਖ ਤਕ ਦੀ ਆਮਦਨ ਟੈਕਸ ਮੁਕਤ ਹੋ ਗਈ ਹੈ ਅਤੇ ਆਮਦਨ ਕਰ ਦਾਤਾਵਾਂ ਨੂੰ17.5 ਹਜ਼ਾਰ ਰੁਪਏ ਦਾ ਫ਼ਾਇਦਾ ਹੋਵੇਗਾ। ਨਵੀਂ ਟੈਕਸ ਰਿਜੀਮ ਦੇ ਤਹਿਤ ਹੁਣ ਸਾਲਾਨਾ 3 ਲੱਖ ਆਮਦਨ ਤਕ ਸਿਫਰ ਟੈਕਸ, 3 ਤੋਂ 7 ਲੱਖ ਰੁਪਏ ਆਮਦਨ ਤੇ 5 ਫ਼ੀਸਦੀ, 7 ਤੋਂ 10 ਲੱਖ ਰੁਪਏ ਦੀ ਆਮਦਨ ਤੇ 10 ਫੀਸਦੀ, 10 ਤੋਂ 12 ਲੱਖ ਰੁਪਏ ਦੀ ਆਮਦਨ ਤੇ 15 ਫੀਸਦੀ ਟੈਕਸ ਅਤੇ 15 ਲੱਖ ਰੁਪਏ ਤੋਂ ਜ਼ਿਆਦਾ ਦੀ ਆਮਦਨ ਤੇ 30 ਫੀਸਦੀ ਟੈਕਸ ਦੇਣਾ ਹੋਵੇਗਾ। ਇਸ ਤੋਂ ਇਲਾਵਾ ਨਵੀਂ ਟੈਕਸ ਪ੍ਰਣਾਲੀ ਤਹਿਤ ਸਟੈਂਡਰਡ ਡਿਡਕਸ਼ਨ 50 ਹਜ਼ਾਰ ਰੁਪਏ ਤੋਂ ਵਧਾ ਕੇ 75 ਹਜ਼ਾਰ ਰੁਪਏ ਕਰ ਦਿੱਤੀ ਗਈ ਹੈ। ਪੁਰਾਣੀ ਟੈਕਸ ਪ੍ਰਣਾਲੀ ਵਿਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।
ਵਿੱਤ ਮੰਤਰੀ ਨੇ ਬਜਟ ਵਿੱਚ ਛੋਟੇ ਤੇ ਮੱਧ ਦਰਜੇ ਦੇ ਉਦਯੋਗਾਂ (ਐਮ ਐਸ ਐਮ ਈ) ਲਈ ਵਿੱਤੀ ਪੈਕੇਜ ਦਾ ਐਲਾਨ ਕੀਤਾ ਹੈ। ਉਹਨਾਂ ਕਿਹਾ ਕਿ ਐੱਮ ਐੱਸ ਐੱਮ ਈ ਐੱਸ ਲਈ ਕ੍ਰੈਡਿਟ ਗਾਰੰਟੀ ਸਕੀਮ ਬਣਾਈ ਜਾਵੇਗੀ। ਮੁਦਰਾ ਲੋਨ ਦੀ ਸੀਮਾ 10 ਲੱਖ ਰੁਪਏ ਤੋਂ ਵਧਾ ਕੇ 20 ਲੱਖ ਰੁਪਏ ਕਰ ਦਿੱਤੀ ਗਈ ਹੈ। ਨਵੀਂ ਯੋਜਨਾ ਦੇ ਜ਼ਰੀਏ ਐਮ ਐਸ ਐਮ ਈ ਨੂੰ 100 ਕਰੋੜ ਰੁਪਏ ਤੱਕ ਦਾ ਲੋਨ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਸਰਕਾਰ ਨੇ ਇੱਕ ਨਵੀਂ ਪ੍ਰਣਾਲੀ ਲਾਗੂ ਕੀਤੀ ਹੈ ਤਾਂ ਜੋ ਐਮ ਐਸ ਐਮ ਈ ਸੈਕਟਰ ਨੂੰ ਆਸਾਨੀ ਨਾਲ ਬੈਂਕ ਕਰਜ਼ਾ ਮਿਲ ਸਕੇ। ਇਸ ਤੋਂ ਇਲਾਵਾ, ਖਰੀਦਦਾਰਾਂ ਨੂੰ ਟ੍ਰੇਡਰਸ ਪਲੇਟਫਾਰਮ ਤੇ ਲਾਜ਼ਮੀ ਤੌਰ ਤੇ ਸ਼ਾਮਲ ਕਰਨ ਲਈ ਵਪਾਰ ਦੀ ਸੀਮਾ 500 ਕਰੋੜ ਰੁਪਏ ਤੋਂ ਘਟਾ ਕੇ 250 ਕਰੋੜ ਰੁਪਏ ਕੀਤੀ ਜਾਵੇਗੀ। ਐਮ ਐਸ ਐਮ ਈ ਸੈਕਟਰ ਵਿੱਚ 50 ਬਹੁਉਤਪਾਦ ਫੂਡ ਇਰੀਡੀਏਸ਼ਨ ਯੂਨਿਟ ਸਥਾਪਤ ਕਰਨ ਲਈ ਮਦਦ ਦਿੱਤੀ ਜਾਵੇਗੀ।
ਵਿੱਤ ਮੰਤਰੀ ਨੇ ਬਜਟ ਭਾਸ਼ਣ ਦੌਰਾਨ ਸੋਨਾ, ਚਾਂਦੀ, ਮੋਬਾਈਲ ਫ਼ੋਨ, ਚਾਰਜਰ ਅਤੇ ਮੋਬਾਈਲ ਨਾਲ ਸਬੰਧਤ ਵਸਤਾਂ ਦੇ ਉੱਤੇ ਕਸਟਮ ਡਿਊਟੀ ਘਟਾਉਣ ਦਾ ਐਲਾਨ ਕੀਤਾ ਹੈ। ਇੰਨਾ ਹੀ ਨਹੀਂ ਵਿੱਤ ਮੰਤਰੀ ਨੇ ਆਪਣੇ ਭਾਸ਼ਣ ਦੇ ਦੌਰਾਨ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਦਾ ਜ਼ਿਕਰ ਕਰਦਿਆਂ ਕੈਂਸਰ ਦੀਆਂ 3 ਦਵਾਈਆਂ ਉੱਤੇ ਕਸਟਮ ਡਿਊਟੀ ਖ਼ਤਮ ਕਰਨ ਦੀ ਗੱਲ ਵੀ ਆਖ਼ੀ।
ਵਿੱਤ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ 100 ਸ਼ਹਿਰਾਂ ਵਿਚ ਨਿਵੇਸ਼ ਲਈ ਤਿਆਰ ਉਦਯੋਗਿਕ ਪਾਰਕਾਂ ਨੂੰ ਵੀ ਉਤਸ਼ਾਹਿਤ ਕਰੇਗੀ। ਸਰਕਾਰ ਜਨਤਕ ਨਿੱਜੀ ਭਾਈਵਾਲੀ (ਪੀ.ਪੀ.ਪੀ.) ਰਾਹੀਂ ਉਦਯੋਗਿਕ ਕਾਮਿਆਂ ਲਈ ਹੋਸਟਲ ਸਹੂਲਤਾਂ ਵੀ ਮੁਹੱਈਆ ਕਰਵਾਏਗੀ। ਉਹਨਾਂ ਐਲਾਨ ਕੀਤਾ ਕਿ ਸਰਕਾਰ ਪਹਿਲਾਂ ਆਫਸ਼ੋਰ ਮਾਈਨਿੰਗ ਬਲਾਕਾਂ ਦੀ ਨਿਲਾਮੀ ਸ਼ੁਰੂ ਕਰੇਗੀ ਅਤੇ ਵਿਦੇਸ਼ਾਂ ਵਿਚ ਜਾਇਦਾਦਾਂ ਦੀ ਪ੍ਰਾਪਤੀ ਲਈ ਮਹੱਤਵਪੂਰਨ ਖਣਿਜ ਮਿਸ਼ਨ ਸਥਾਪਤ ਕਰੇਗੀ।
ਕੇਂਦਰੀ ਬਜਟ 2024-25 ਵਿੱਚ ਗ੍ਰਹਿ ਮੰਤਰਾਲਾ ਲਈ 2,19,643 ਕਰੋੜ ਰੁਪਏ ਅਲਾਟ ਕੀਤੇ ਗਏ ਹਨ, ਜਿਸ ਵਿੱਚ 1,53,275 ਕਰੋੜ ਰੁਪਏ ਦਾ ਵੱਡਾ ਹਿੱਸਾ ਕੇਂਦਰੀ ਰਿਜ਼ਰਵ ਪੁਲੀਸ ਫ਼ੋਰਸ (ਸੀ.ਆਰ.ਪੀ.ਐੱਫ.), ਸਰਹੱਦੀ ਸੁਰੱਖਿਆ ਫ਼ੋਰਸ (ਬੀ.ਐੱਸ.ਐੱਫ.) ਅਤੇ ਕੇਂਦਰੀ ਉਦਯੋਗਿਕ ਸੁਰੱਖਿਆ ਫ਼ੋਰਸ (ਸੀ.ਆਈ.ਐੱਸ.ਐੱਫ.) ਵਰਗੇ ਕੇਂਦਰੀ ਪੁਲੀਸ ਫ਼ੋਰਸਾਂ ਲਈ ਹਨ।
ਵਿੱਤ ਮੰਤਰੀ ਵਲੋਂ ਕੇਂਦਰੀ ਬਜਟ ਵਿੱਚ ਕੇਂਦਰੀ ਸ਼ਾਸਿਤ ਪ੍ਰਦੇਸ਼ ਜੰਮੂ ਕਸ਼ਮੀਰ ਨੂੰ 42,227 ਕਰੋੜ ਰੁਪਏ ਅਲਾਟ ਕੀਤੇ ਗਏ ਹਨ, ਜੋ ਮੌਜੂਦਾ ਸਮੇਂ ਕੇਂਦਰ ਸਰਕਾਰ ਦੇ ਸਿੱਧੇ ਕੰਟਰੋਲ ਵਿੱਚ ਹੈ। ਬਜਟ ਵਿੱਚ ਅੰਡੇਮਾਨ ਨਿਕੋਬਾਰ ਟਾਪੂ ਸਮੂਹ ਨੂੰ 5,985 ਕਰੋੜ ਰੁਪਏ, ਚੰਡੀਗੜ੍ਹ ਨੂੰ 5,862 ਕਰੋੜ ਰੁਪਏ ਅਤੇ ਲੱਦਾਖ ਨੂੰ 5,958 ਕਰੋੜ ਰੁਪਏ ਦਿੱਤੇ ਗਏ ਹਨ। ਬਜਟ ਪ੍ਰਬੰਧ ਅਨੁਸਾਰ ਕੇਂਦਰੀ ਕੈਬਨਿਟ ਦੇ ਖਰਚੇ ਲਈ 1,248 ਕਰੋੜ ਰੁਪਏ ਤੈਅ ਕੀਤੇ ਗਏ ਅਤੇ ਆਫ਼ਤ ਪ੍ਰਬੰਧਨ, ਰਾਹਤ ਅਤੇ ਮੁੜ ਵਸੇਬਾ ਅਤੇ ਸੂਬਾ ਸਰਕਾਰ ਨੂੰ ਮੁਆਵਜ਼ਾ ਮਦਦ ਆਦਿ ਲਈ 6,458 ਕਰੋੜ ਰੁਪਏ ਅਲਾਟਮੈਂਟ ਪ੍ਰਸਤਾਵਿਤ ਹੈ।
ਸਰਕਾਰ ਨੇ ਖੇਤੀਬਾੜੀ ਅਤੇ ਸਬੰਧਤ ਖੇਤਰਾਂ ਲਈ 1.52 ਲੱਖ ਕਰੋੜ ਰੁਪਏ ਦਾ ਐਲਾਨ ਕੀਤਾ ਹੈ। ਹਾਲਾਂਕਿ ਕਿਸਾਨਾਂ ਦੀ ਲਗਾਤਾਰ ਮੰਗ ਦੇ ਬਾਵਜੂਦ ਘੱਟੋ-ਘੱਟ ਸਮਰਥਨ ਮੁੱਲ ਭਾਵ ਬਾਰੇ ਬਜਟ ਵਿਚ ਕੋਈ ਐਲਾਨ ਨਹੀਂ ਕੀਤਾ ਗਿਆ। ਕਿਸਾਨ ਸਨਮਾਨ ਨਿਧੀ ਦੀ ਰਾਸ਼ੀ ਵਿਚ ਵੀ ਵਾਧਾ ਨਹੀਂ ਕੀਤਾ ਗਿਆ ਹੈ, ਇਹ ਸਿਰਫ਼ 6,000 ਰੁਪਏ ਹੀ ਰਹੇਗੀ।
ਵਿੱਤ ਮੰਤਰੀ ਨੇ ਕਿਹਾ ਕਿ ਸਰਕਾਰ ਦਾਲਾਂ ਅਤੇ ਤਿਲਹਨ ਦੇ ਮਾਮਲੇ ਵਿੱਚ ਦੇਸ਼ ਆਤਮਨਿਰਭਰ ਬਣਾਊਣ ਅਤੇ ਉਨ੍ਹਾਂ ਦੇ ਉਤਪਾਦਨ, ਭੰਡਾਰਨ ਅਤੇ ਮੰਡੀਕਰਨ ਤੇ ਧਿਆਨ ਕੇਂਦਰਿਤ ਕਰੇਗੀ। ਸਰ੍ਹੋਂ, ਮੂੰਗਫਲੀ, ਸੂਰਜਮੁਖੀ ਅਤੇ ਸੋਇਆਬੀਨ ਵਰਗੀਆਂ ਖਾਣ ਵਾਲੇ ਤੇਲ ਦੀਆਂ ਫ਼ਸਲਾਂ ਦਾ ਉਤਪਾਦਨ ਵਧਾਉਣ ਲਈ ਰਣਨੀਤੀ ਬਣਾਈ ਜਾਵੇਗੀ। ਸਬਜ਼ੀਆਂ ਦੀ ਸਪਲਾਈ ਲੜੀ ਨੂੰ ਮਜ਼ਬੂਤ ਕੀਤਾ ਜਾਵੇਗਾ ਅਤੇ ਉਨ੍ਹਾਂ ਦੀ ਸਟੋਰੇਜ ਅਤੇ ਮਾਰਕੀਟਿੰਗ ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ। ਰਾਜਾਂ ਨਾਲ ਸਾਂਝੇਦਾਰੀ ਕਰਕੇ, ਅਸੀਂ ਖੇਤੀਬਾੜੀ ਅਤੇ ਕਿਸਾਨਾਂ ਲਈ ਡਿਜੀਟਲ ਬੁਨਿਆਦੀ ਢਾਂਚੇ ਤੇ ਕੰਮ ਕਰਾਂਗੇ। ਉਹਨਾਂ ਕਿਹਾ ਕਿ ਇੱਕ ਕਰੋੜ ਕਿਸਾਨ ਕੁਦਰਤੀ ਖੇਤੀ ਲਈ ਤਿਆਰ ਕੀਤੇ ਜਾਣਗੇ। ਕਿਸਾਨਾਂ ਦੀ ਮਦਦ ਲਈ 5 ਰਾਜਾਂ ਵਿੱਚ ਨਵੇਂ ਕਿਸਾਨ ਕ੍ਰੈਡਿਟ ਕਾਰਡ ਜਾਰੀ ਕੀਤੇ ਜਾਣਗੇ। ਕਿਸਾਨਾਂ ਨੂੰ ਨਾਬਾਰਡ ਰਾਹੀਂ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਪੇਂਡੂ ਅਰਥਚਾਰੇ ਨੂੰ ਮਜ਼ਬੂਤ ਕਰਨ ਲਈ ਕੰਮ ਕੀਤਾ ਜਾਵੇਗਾ। ਕਿਸਾਨਾਂ ਦੀ ਉਪਜ ਨੂੰ ਮੌਸਮ ਦੇ ਪ੍ਰਭਾਵਾਂ ਤੋਂ ਬਚਾਉਣ ਲਈ ਕੰਮ ਕੀਤਾ ਜਾਵੇਗਾ। ਸਰਕਾਰ ਨੇ ਕਿਹਾ ਕਿ 32 ਫ਼ਸਲਾਂ ਦੀਆਂ 109 ਕਿਸਮਾਂ ਲਿਆਂਦੀਆਂ ਜਾਣਗੀਆਂ, ਜਿਨ੍ਹਾਂ ਤੇ ਮੌਸਮ ਦਾ ਕੋਈ ਅਸਰ ਨਹੀਂ ਹੋਵੇਗਾ।
National
ਪੰਜ ਤੱਤਾਂ ਵਿੱਚ ਵਿਲੀਨ ਹੋਏ ਡਾ. ਮਨਮੋਹਨ ਸਿੰਘ, ਧੀ ਨੇ ਦਿੱਤੀ ਚਿਖਾ ਨੂੰ ਅਗਨੀ
ਨਵੀਂ ਦਿੱਲੀ, 28 ਦਸੰਬਰ (ਸ.ਬ.) ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਅੱਜ ਨਿਗਮ ਬੋਧਘਾਟ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਫ਼ੌਜ ਦੀ ਗੱਡੀ ਰਾਹੀਂ ਦਿੱਲੀ ਦੇ ਨਿਗਮਬੋਧ ਘਾਟ ਲਿਆਂਦਾ ਗਿਆ। ਇੱਥੇ ਤਿੰਨਾਂ ਫ਼ੌਜਾਂ ਨੇ ਉਨ੍ਹਾਂ ਨੂੰ ਸਲਾਮੀ ਦਿੱਤੀ। ਇਸ ਤੋਂ ਬਾਅਦ ਸਰਕਾਰੀ ਸਨਮਾਨਾਂ ਤੋਂ ਬਾਅਦ ਅੰਤਿਮ ਸਸਕਾਰ ਦੀਆਂ ਰਸਮਾਂ ਪੂਰੀਆਂ ਕੀਤੀਆਂ ਗਈਆਂ।
ਇਸ ਮੌਕੇ ਡਾ. ਮਨਮੋਹਨ ਸਿੰਘ ਦੀ ਪਤਨੀ ਗੁਰਸ਼ਰਨ ਕੌਰ, ਵੱਡੀ ਬੇਟੀ ਉਪਿੰਦਰ ਸਿੰਘ, ਦੂਜੀ ਬੇਟੀ ਦਮਨ ਸਿੰਘ ਅਤੇ ਤੀਜੀ ਬੇਟੀ ਅੰਮ੍ਰਿਤ ਸਿੰਘ ਨਿਗਮ ਘਾਟ ਵਿਖੇ ਮੌਜੂਦ ਸਨ। ਇਸ ਮੌਕੇ ਸੋਨੀਆ ਗਾਂਧੀ, ਪ੍ਰਿਅੰਕਾ ਗਾਂਧੀ, ਰਾਹੁਲ ਗਾਂਧੀ ਅਤੇ ਸੀਨੀਅਰ ਕਾਂਗਰਸ ਨੇਤਾਵਾਂ ਨੇ ਨਿਗਮਬੋਧ ਘਾਟ ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰੱਖਿਆ ਮੰਤਰੀ ਰਾਜਨਾਥ ਸਿੰਘ ਵੀ ਉਨ੍ਹਾਂ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ।
ਸਸਕਾਰ ਮੌਕੇ ਵੀ ਡਾ.ਮਨਮੋਹਨ ਸਿੰਘ ਨੂੰ ਉਨ੍ਹਾਂ ਦੀ ਮਨਪਸੰਦ ਨੀਲੀ ਪੱਗ ਬੰਨ੍ਹੀ ਗਈ ਸੀ। ਕੈਂਬਰਿਜ ਯੂਨੀਵਰਸਿਟੀ ਨੂੰ ਯਾਦ ਕਰਨ ਲਈ, ਉਨ੍ਹਾਂ ਨੇ ਇਕ ਰੰਗ ਨੂੰ ਆਪਣੀ ਪੱਗ ਦਾ ਸਿਗਨੇਚਰ ਰੰਗ ਬਣਾ ਲਿਆ ਸੀ।
ਡਾ.ਮਨਮੋਹਨ ਸਿੰਘ ਦੀ ਮ੍ਰਿਤਕ ਦੇਹ ਨੂੰ ਸਵੇਰੇ 9:30 ਵਜੇ ਉਨ੍ਹਾਂ ਦੀ ਰਿਹਾਇਸ਼ ਤੋਂ ਕਾਂਗਰਸ ਹੈਡਕੁਆਰਟਰ ਲਿਆਂਦਾ ਗਿਆ ਸੀ। ਜਿਸ ਤੋਂ ਬਾਅਦ ਅੰਤਿਮ ਯਾਤਰਾ ਸ਼ੁਰੂ ਹੋਈ। ਇਸ ਮੌਕੇ ਸ਼ਰਧਾਂਜਲੀ ਦੇਣ ਲਈ ਲੋਕਾਂ ਦਾ ਤਾਂਤਾ ਲੱਗਿਆ ਹੋਇਆ ਸੀ। ਇਸ ਤੋਂ ਪਹਿਲਾਂ ਅਕਾਲੀ ਲੀਡਰਸ਼ਿਪ ਨੇ ਵੀ ਕਾਂਗਰਸ ਦੇ ਹੈਡਕੁਆਟਰ ਪਹੁੰਚ ਕੇ ਡਾ.ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ।
ਡਾ. ਮਨਮੋਹਨ ਸਿੰਘ ਦੇ ਅੰਤਿਮ ਸਸਕਾਰ ਦੀਆਂ ਧਾਰਮਿਕ ਰਸਮਾਂ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵਲੋਂ ਨਿਭਾਈਆਂ ਗਈਆਂ। ਸਸਕਾਰ ਤੋਂ ਪਹਿਲਾਂ ਜਪੁਜੀ ਸਾਹਿਬ ਦੇ ਪਾਠ ਕੀਤੇ ਗਏ ਤੇ ਅੰਤਿਮ ਅਰਦਾਸ ਤੋਂ ਬਾਅਦ ਉਨ੍ਹਾਂ ਦੀ ਧੀ ਨੇ ਚਿਖ਼ਾ ਨੂੰ ਅਗਨੀ ਦਿੱਤੀ।
National
ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਤਾੜਨਾ, ਅਦਾਲਤੀ ਹੱਤਕ ਦੀ ਕਾਰਵਾਈ ਸ਼ੁਰੂ ਕਰਨ ਦੀ ਚੇਤਾਵਨੀ
ਡੱਲੇਵਾਲ ਨੂੰ ਹਸਪਤਾਲ ਲਿਜਾਣ ਲਈ ਦਿੱਤਾ 31 ਤੱਕ ਦਾ ਸਮਾਂ
ਨਵੀਂ ਦਿੱਲੀ, 28 ਦਸੰਬਰ (ਸ.ਬ.) ਸੁਪਰੀਮ ਕੋਰਟ ਨੇ ਅੱਜ ਪੰਜਾਬ ਦੇ ਮੁੱਖ ਸਕੱਤਰ ਕੇਏਪੀ ਸਿਨਹਾ ਅਤੇ ਪੰਜਾਬ ਪੁਲੀਸ ਮੁਖੀ ਗੌਰਵ ਯਾਦਵ ਨੂੰ ਚੇਤਾਵਨੀ ਦਿੱਤੀ ਕਿ ਜੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਹਸਪਤਾਲ ਦਾਖ਼ਲ ਕਰਵਾਉਣ ਦੇ ਸਿਖਰਲੀ ਅਦਾਲਤ ਦੇ ਹੁਕਮਾਂ ਦੀ ਪਾਲਣਾ ਨਾ ਕੀਤੀ ਗਈ ਤਾਂ ਉਨ੍ਹਾਂ ਵਿਰੁੱਧ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਲਈ ਅਦਾਲਤੀ ਹੱਤਕ ਦੇ ਦੋਸ਼ ਤੈਅ ਕੀਤੇ ਜਾਣਗੇ। ਇਹ ਹੁਕਮ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਸੁਧਾਂਸ਼ੂ ਧੂਲੀਆ ਦੇ ਬੈਂਚ ਨੇ ਜਾਰੀ ਕੀਤੇ ਹਨ।
ਪੰਜਾਬ ਸਰਕਾਰ ਖ਼ਿਲਾਫ਼ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਲਈ ਅਦਾਲਤੀ ਮਾਣਹਾਨੀ ਦੀ ਕਾਰਵਾਈ ਦੀ ਮੰਗ ਕਰਦੀ ਇਕ ਪਟੀਸ਼ਨ ਤੇ ਸੁਣਵਾਈ ਦੌਰਾਨ ਵਰਚੁਅਲ ਤੌਰ ਤੇ ਮੌਜੂਦ ਸੂਬੇ ਦੇ ਦੋਵੇਂ ਸਿਖਰਲੇ ਅਧਿਕਾਰੀਆਂ ਨੂੰ ਕਿਹਾ, ਇਹ ਅਦਾਲਤੀ ਮਾਣਹਾਨੀ ਦਾ ਮਾਮਲਾ ਹੈ ਅਤੇ ਅਗਲਾ ਕਦਮ ਕੀ ਹੋਵੇਗਾ, ਸਭ ਨੂੰ ਪਤਾ ਹੈ। ਮੁੱਖ ਸਕੱਤਰ ਅਤੇ ਪੁਲੀਸ ਡਾਇਰੈਕਟਰ ਜਨਰਲ ਵਿਰੁੱਧ ਦੋਸ਼ ਕਿਵੇਂ ਨਹੀਂ ਬਣਦੇ? ਦੋਸ਼ ਕਿਉਂ ਨਹੀਂ ਤੈਅ ਕੀਤੇ ਜਾਣੇ ਚਾਹੀਦੇ? ਇਹ ਮਾਣਹਾਨੀ ਦੇ ਮਾਮਲੇ ਦੀ ਕਾਰਵਾਈ ਦਾ ਤਰਕਪੂਰਨ ਅਮਲ ਹੈ।
ਪੰਜਾਬ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਨੇ ਬੈਂਚ ਨੂੰ ਦੱਸਿਆ, ਸ੍ਰੀ ਡੱਲੇਵਾਲ ਹਸਪਤਾਲ ਜਾਣ ਤੋਂ ਇਨਕਾਰ ਕਰ ਰਹੇ ਹਨ ਅਤੇ ਉਥੇ ਮੌਜੂਦ ਕਿਸਾਨ ਵੀ ਇਸ ਦੀ ਇਜਾਜ਼ਤ ਨਹੀਂ ਦੇ ਰਹੇ ਹਨ। ਉਹਨਾਂ ਕਿਹਾ ਕਿ ਇਸ ਗੱਲ ਦਾ ਖ਼ਤਰਾ ਹੈ ਕਿ ਜੇਕਰ ਉਨ੍ਹਾਂ ਨੂੰ (ਜਬਰੀ) ਹਸਪਤਾਲ ਲਿਜਾਇਆ ਜਾਂਦਾ ਹੈ ਤਾਂ ਦੋਵਾਂ ਪਾਸਿਆਂ (ਕਿਸਾਨਾਂ ਅਤੇ ਪੁਲੀਸ) ਦਾ ਜਾਨ ਮਾਲ ਦਾ ਨੁਕਸਾਨ ਹੋ ਸਕਦਾ ਹੈ। ਐਡਵੋਕੇਟ ਜਨਰਲ ਨੇ ਕਿਹਾ ਕਿ ਟਕਰਾਅ ਤੋਂ ਪਹਿਲਾਂ ਸੁਲ੍ਹਾ ਦੀ ਕੋਸ਼ਿਸ਼ ਹੋਣੀ ਚਾਹੀਦੀ ਹੈ। ਅਸੀਂ ਬੇਵੱਸ ਹਾਂ ਅਤੇ ਵੱਡੀ ਸਮੱਸਿਆ ਵਿਚ ਘਿਰੇ ਹੋਏ ਹਾਂ।
ਸ਼ੁੱਕਰਵਾਰ ਨੂੰ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਦਿਆਂ ਬੈਂਚ ਨੇ ਕਿਹਾ ਸੀ, ਡੱਲੇਵਾਲ ਨੂੰ ਡਾਕਟਰੀ ਸਹਾਇਤਾ ਦਿੱਤੀ ਜਾਣੀ ਚਾਹੀਦੀ ਹੈ ਅਤੇ ਇਹ ਪ੍ਰਭਾਵ ਹੈ ਕਿ ਤੁਸੀਂ ਇਸਦੀ ਪਾਲਣਾ ਨਹੀਂ ਕਰ ਰਹੇ ਹੋ। ਡੱਲੇਵਾਲ ਦੀ ਜਾਨ ਅਤੇ ਸੁਰੱਖਿਆ ਬਾਰੇ ਚਿੰਤਾ ਜ਼ਾਹਰ ਕਰਦੇ ਹੋਏ ਬੈਂਚ ਨੇ ਕਿਹਾ, ਅਸੀਂ ਇਹ ਦੇਖਣ ਲਈ ਬਹੁਤ ਉਤਸੁਕ ਹਾਂ ਕਿ ਤੁਸੀਂ ਉਸ ਨੂੰ ਹਸਪਤਾਲ ਵਿੱਚ ਦਾਖਲ ਕਰਵਾਉਣ ਦੇ ਸਾਡੇ ਹੁਕਮਾਂ ਦੀ ਕਿਵੇਂ ਪਾਲਣਾ ਕਰਦੇ ਹੋ। ਅਸੀਂ ਜ਼ਿਆਦਾ ਕੁਝ ਨਹੀਂ ਕਹਿ ਰਹੇ ਪਰ ਇਸ ਮਾਮਲੇ ਦੀ ਅਗਲੀ ਸੁਣਵਾਈ ਸ਼ਨਿੱਚਰਵਾਰ ਨੂੰ ਹੋਵੇਗੀ।
ਇਸ ਤੋਂ ਪਹਿਲਾਂ ਪਿਛਲੇ ਹਫ਼ਤੇ ਜਸਟਿਸ ਕਾਂਤ ਦੀ ਅਗਵਾਈ ਵਾਲੇ ਬੈਂਚ ਨੇ ਪੰਜਾਬ ਸਰਕਾਰ ਨੂੰ ਡੱਲੇਵਾਲ ਦੀ ਸਿਹਤ ਦੀ ਸੁਰੱਖਿਆ ਯਕੀਨੀ ਬਣਾਉਣ ਦਾ ਹੁਕਮ ਦਿੱਤਾ ਸੀ ਅਤੇ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਾਉਣ ਦਾ ਨਿਰਦੇਸ਼ ਦਿੱਤਾ ਸੀ।
ਹਰਿਆਣਾ ਸਰਕਾਰ ਵੱਲੋਂ ਅਦਾਲਤ ਵਿਚ ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਅਤੇ ਸੀਨੀਅਰ ਐਡੀਸ਼ਨਲ ਐਡਵੋਕੇਟ ਜਨਰਲ ਲੋਕੇਸ਼ ਸਿੰਹਲ ਪੇਸ਼ ਹੋਏ। ਹਰਿਆਣਾ ਸਰਕਾਰ ਨੇ ਡੱਲੇਵਾਲ ਦੀ ਨਾਜ਼ੁਕ ਸਿਹਤ ਦੇ ਮੱਦੇਨਜ਼ਰ ਉਨ੍ਹਾਂ ਨੂੰ ਹਸਪਤਾਲ ਵਿੱਚ ਤਬਦੀਲ ਕਰਨ ਦਾ ਸਮਰਥਨ ਕੀਤਾ ਹੈ। ਕਰ ਰਹੀ ਹੈ।
National
ਉੱਤਰਾਖੰਡ ਰੋਡਵੇਜ਼ ਦੀ ਬੱਸ ਅਤੇ ਟਰੈਕਟਰ ਟਰਾਲੀ ਵਿਚਾਲੇ ਟੱਕਰ ਦੌਰਾਨ ਡਰਾਈਵਰ ਦੀ ਮੌਤ, ਤਿੰਨ ਗੰਭੀਰ ਜ਼ਖਮੀ
ਹਲਦਵਾਨੀ, 28 ਦਸੰਬਰ (ਸ.ਬ.) ਉਤਰਾਖੰਡ ਰੋਡਵੇਜ਼ ਦੀ ਬੱਸ ਉੱਤਰ ਪ੍ਰਦੇਸ਼ ਦੇ ਰਾਮਪੁਰ ਜ਼ਿਲ੍ਹੇ ਦੇ ਬਿਲਾਸਪੁਰ ਵਿੱਚ ਹਾਦਸੇ ਦਾ ਸ਼ਿਕਾਰ ਹੋ ਗਈ। ਜ਼ਿਕਰਯੋਗ ਹੈ ਕਿ ਹਲਦਵਾਨੀ ਡਿਪੂ ਦੀ ਰੋਡਵੇਜ਼ ਬੱਸ ਦਿੱਲੀ ਤੋਂ ਹਲਦਵਾਨੀ ਆ ਰਹੀ ਸੀ ਪਰ ਸਵੇਰੇ ਕਰੀਬ 5 ਵਜੇ ਬੱਸ ਦੀ ਟਰੈਕਟਰ ਟਰਾਲੀ ਨਾਲ ਟੱਕਰ ਹੋ ਗਈ।
ਹਾਦਸੇ ਵਿੱਚ ਬੱਸ ਚਾਲਕ ਦੀ ਮੌਕੇ ਤੇ ਹੀ ਮੌਤ ਹੋ ਗਈ, ਜਦਕਿ ਤਿੰਨ ਸਵਾਰੀਆਂ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈਆਂ। ਜ਼ਖਮੀਆਂ ਨੂੰ ਤੁਰੰਤ ਸਥਾਨਕ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਹਾਦਸੇ ਵਿੱਚ ਰੋਡਵੇਜ਼ ਦੀ ਬੱਸ ਪੂਰੀ ਤਰ੍ਹਾਂ ਨੁਕਸਾਨੀ ਗਈ। ਘਟਨਾ ਦੀ ਸੂਚਨਾ ਮਿਲਣ ਤੇ ਹਲਦਵਾਨੀ ਰੋਡਵੇਜ਼ ਪ੍ਰਸ਼ਾਸਨ ਮੌਕੇ ਤੇ ਪਹੁੰਚ ਗਿਆ ਅਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ। ਪ੍ਰਾਪਤ ਜਾਣਕਾਰੀ ਅਨੁਸਾਰ ਬੱਸ ਯਾਤਰੀਆਂ ਨੂੰ ਲੈ ਕੇ ਦਿੱਲੀ ਤੋਂ ਹਲਦਵਾਨੀ ਆ ਰਹੀ ਸੀ ਅਤੇ ਬੱਸ ਵਿੱਚ 14 ਯਾਤਰੀ ਸਵਾਰ ਸਨ।
ਉਤਰਾਖੰਡ ਰੋਡਵੇਜ਼ ਦੀ ਬੱਸ ਸਾਹਮਣੇ ਤੋਂ ਆ ਰਹੇ ਚੌਲਾਂ ਨਾਲ ਭਰੀ ਟਰੈਕਟਰ ਟਰਾਲੀ ਨਾਲ ਟਕਰਾ ਗਈ। ਘਟਨਾ ਦਾ ਪਤਾ ਲੱਗਦਿਆਂ ਹੀ ਥਾਣਾ ਸਦਰ ਦੇ ਇੰਚਾਰਜ ਇੰਸਪੈਕਟਰ ਬਲਵਾਨ ਸਿੰਘ ਪੁਲੀਸ ਫੋਰਸ ਨਾਲ ਮੌਕੇ ਤੇ ਪੁੱਜੇ। ਬਾਅਦ ਵਿੱਚ ਪੁਲੀਸ ਨੇ ਬੱਸ ਵਿੱਚ ਫਸੇ ਯਾਤਰੀਆਂ ਨੂੰ ਬਾਹਰ ਕੱਢ ਕੇ ਇਲਾਜ ਲਈ ਕਮਿਊਨਿਟੀ ਹੈਲਥ ਸੈਂਟਰ ਵਿੱਚ ਦਾਖਲ ਕਰਵਾਇਆ। ਇਲਾਜ ਦੌਰਾਨ ਡਾਕਟਰਾਂ ਨੇ ਡਰਾਈਵਰ ਨੂੰ ਮ੍ਰਿਤਕ ਐਲਾਨ ਦਿੱਤਾ।
ਪੁਲੀਸ ਅਨੁਸਾਰ ਮ੍ਰਿਤਕ ਡਰਾਈਵਰ ਰਮਨਦੀਪ ਸਿੰਘ ਪਿੰਡ ਕਰੀਮਗੰਜ ਥਾਣਾ ਬਹਿਦੀ ਜ਼ਿਲ੍ਹਾ ਬਰੇਲੀ ਦਾ ਵਸਨੀਕ ਸੀ। ਜਦਕਿ ਕੰਡਕਟਰ ਚੰਨਣ ਸਿੰਘ ਮੁਹੱਲਾ ਦਾਮੁਵਢੂੰਗਾ ਹਲਦਵਾਨੀ ਦਾ ਰਹਿਣ ਵਾਲਾ ਹੈ।
-
International2 months ago
ਪਾਕਿਸਤਾਨ ਦੇ ਰੇਲਵੇ ਸਟੇਸ਼ਨ ਤੇ ਹੋਏ ਧਮਾਕੇ ਵਿੱਚ 24 ਵਿਅਕਤੀਆਂ ਦੀ ਮੌਤ, 46 ਜ਼ਖ਼ਮੀ
-
International2 months ago
ਇਟਲੀ ਵਿੱਚ ਸੜਕ ਹਾਦਸੇ ਦੌਰਾਨ ਦੋ ਪੰਜਾਬੀ ਨੌਜਵਾਨਾਂ ਦੀ ਮੌਤ
-
Horscope2 months ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
-
Mohali2 months ago
ਜੂਡੋ ਇੰਟਰ ਕਾਲਜ ਵਿੱਚ ਘਨੌਰ ਕਾਲਜ ਨੇ ਜਿੱਤੇ ਗੋਲ਼ਡ ਮੈਡਲ
-
Mohali1 month ago
ਪਿੰਡ ਕੁੰਭੜਾ ਵਿੱਚ ਲੜਾਈ ਦੌਰਾਨ ਹੋਏ ਨੌਜਵਾਨ ਦੇ ਕਤਲ ਦੇ ਮਾਮਲੇ ਵਿੱਚ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਮ੍ਰਿਤਕ ਦੀ ਲਾਸ਼ ਰੱਖ ਕੇ ਇਨਸਾਫ ਲਈ ਏਅਰਪੋਰਟ ਰੋਡ ਤੇ ਲਾਇਆ ਧਰਨਾ
-
Editorial2 months ago
ਜ਼ਿਮਨੀ ਚੋਣਾਂ ਦੌਰਾਨ ਸੂਬੇ ਦੀਆਂ ਚਾਰੇ ਸੀਟਾਂ ਤੇ ਹੋ ਰਹੇ ਹਨ ਸਖ਼ਤ ਮੁਕਾਬਲੇ
-
Editorial2 months ago
ਗੈਰ ਕਾਨੂੰਨੀ ਪਰਵਾਸੀਆਂ ਖ਼ਿਲਾਫ਼ ਸੱਚਮੁੱਚ ਸਖ਼ਤ ਕਾਰਵਾਈ ਕਰਨਗੇ ਟਰੰਪ?
-
International1 month ago
ਆਸਟ੍ਰੇਲੀਆ ਵਿੱਚ ਲਾਈਵ ਸ਼ੋਅ ਦੌਰਾਨ ਪੰਜਾਬੀ ਗਾਇਕ ਗੈਰੀ ਸੰਧੂ ਤੇ ਹਮਲਾ