Editorial
ਰਿਹਾਇਸ਼ੀ ਖੇਤਰਾਂ ਵਿੱਚ ਪੀ ਜੀ ਦੇ ਨਾਮ ਤੇ ਚਲਦੇ ਕਾਰੋਬਾਰ ਤੇ ਸਖਤੀ ਨਾਲ ਕਾਬੂ ਕਰੇ ਪ੍ਰਸ਼ਾਸ਼ਨ
ਸਾਡੇ ਸ਼ਹਿਰ ਅਤੇ ਆਸਪਾਸ ਦੇ ਖੇਤਰ ਵਿੱਚ ਪਿਛਲੇ ਕਈ ਸਾਲਾਂ ਤੋਂ ਪੀ ਜੀ ਕੇਂਦਰ ਚਲਾਉਣ ਦੇ ਨਾਮ ਤੇ ਹੋਰਨਾਂ ਖੇਤਰਾਂ ਤੋਂ ਇੱਥੇ ਰਹਿਣ ਲਈ ਆਉਣ ਵਾਲੇ ਮੁੰਡੇ ਕੁੜੀਆਂ ਨੂੰ ਰਿਹਾਇਸ਼ ਦੀ ਸੁਵਿਧਾ ਮੁਹਈਆ ਕਰਵਾਉਣ ਦਾ ਕਾਰੋਬਾਰ ਪੂਰੀ ਤਰ੍ਹਾਂ ਪੇਸ਼ੇਵਰ ਤਰੀਕੇ ਨਾਲ ਚਲਾਇਆ ਜਾ ਰਿਹਾ ਹੈ ਅਤੇ ਰਿਹਾਇਸ਼ੀ ਖੇਤਰ ਵਿੱਚ ਚਲਦੇ ਪੀ ਜੀ ਕੇਂਦਰਾਂ ਕਾਰਨ ਆਮ ਲੋਕਾਂ ਨੂੰ ਕਾਫੀ ਪਰੇਸ਼ਾਨ ਹੋਣਾ ਪੈਂਦਾ ਹੈ। ਚਾਰ ਪਹਿਲਾਂ ਪਹਿਲਾਂ ਜਦੋਂ ਕੋਰੋਨਾ ਦੀ ਮਹਾਮਾਰੀ ਕਾਰਨ ਸਭ ਕੁੱਝ ਬੰਦ ਹੋ ਗਿਆ ਸੀ, ਸ਼ਹਿਰ ਵਿੱਚ ਚਲਦੇ ਪੀ ਜੀ ਦੇ ਇਸ ਕਾਰੋਬਾਰ ਤੇ ਵੀ ਕਾਫੀ ਹੱਦ ਤਕ ਰੋਕ ਲੱਗ ਗਈ ਸੀ ਅਤੇ ਅਜਿਹੇ ਜਿਆਦਾਤਰ ਕੇਂਦਰ ਬੰਦ ਵੀ ਹੋ ਗਏ ਸਨ ਪਰੰਤੂ ਬਾਅਦ ਵਿੱਚ ਜਨਜੀਵਨ ਆਮ ਵਾਂਗ ਹੋ ਗਿਆ ਅਤੇ ਇਸਦੇ ਨਾਲ ਹੀ ਇਹਨਾਂ ਪੀ ਜੀ ਕੇਂਦਰਾਂ ਦਾ ਕਾਰੋਬਾਰ ਵੀ ਮੁੜ ਜੋਰ ਫੜ ਗਿਆ।
ਰਿਹਾਇਸ਼ੀ ਖੇਤਰਾਂ ਵਿੱਚ ਪੀ ਜੀ ਕੇਂਦਰ ਚਲਾਉਣ ਵਾਲੇ ਲੋਕਾਂ ਵਲੋਂ ਪੀ ਜੀ ਦੇ ਨਾਮ ਤੇ ਸ਼ਹਿਰ ਦੇ ਵੱਖ ਵੱਖ ਫੇਜ਼ਾਂ ਵਿੱਚ ਕੋਠੀਆਂ ਕਿਰਾਏ ਤੇ ਲੈ ਕੇ ਇਹਨਾਂ ਕੋਠੀਆਂ ਵਿਚਲੇ ਕਮਰਿਆਂ ਦੀ ਸਮਰਥਾ ਅਨੁਸਾਰ ਉਹਨਾਂ ਵਿੱਚ ਬੈਡ ਆਦਿ ਲਗਾ ਕੇ ਸ਼ਹਿਰ ਵਿੱਚ ਬਾਹਰੋਂ ਆ ਕੇ ਰਹਿਣ ਵਾਲੇ ਲੋਕਾਂ ਨੂੰ ਸਸਤੀ ਰਿਹਾਇਸ਼ ਮੁਹਈਆ ਕਰਵਾਉਣ ਦਾ ਕਾਰੋਬਾਰ ਚਲਾਇਆ ਜਾਂਦਾ ਹੈ, ਜਿਹੜਾ ਅਸੂਲਨ ਰਿਹਾਇਸ਼ੀ ਘਰਾਂ ਵਿੱਚ ਚਲਾਇਆ ਹੀ ਨਹੀਂ ਜਾ ਸਕਦਾ। ਇਹਨਾਂ ਲੋਕਾਂ ਵਲੋਂ ਪੀ ਜੀ ਨਾਮ ਤੇ ਸ਼ਹਿਰ ਵਿੱਚ ਬਾਹਰੋਂ ਆਉਣ ਵਾਲੇ ਲੋਕਾਂ ਦੀ ਠਾਹਰ ਦਾ ਜਿਹੜਾ ਕਾਰੋਬਾਰ ਚਲਾਇਆ ਜਾਂਦਾ ਹੈ, ਉਸ ਵਿੱਚ ਬਾਹਰੋਂ ਆ ਕੇ ਠਹਿਰਨ ਵਾਲੇ ਵਿਅਕਤੀਆਂ ਲਈ ਨਾ ਤਾਂ ਕੋਈ ਨਿਯਮ ਕਾਇਦਾ ਤੈਅ ਕੀਤਾ ਜਾਂਦਾ ਹੈ ਅਤੇ ਨਾ ਹੀ ਆਸ ਪੜੌਸ ਦੇ ਲੋਕਾਂ ਨੂੰ ਹੋਣ ਵਾਲੀਆਂ ਪਰੇਸ਼ਾਨੀਆਂ ਵੱਲ ਕੋਈ ਧਿਆਨ ਦਿੱਤਾ ਜਾਂਦਾ ਹੈ। ਇਸ ਵਿੱਚ ਫਰਕ ਸਿਰਫ ਇੰਨਾ ਹੈ ਕਿ ਜਿੱਥੇ ਕਿਸੇ ਆਮ ਲਾਜ ਜਾਂ ਹੋਟਲ ਵਿੱਚ ਕੋਈ ਵਿਅਕਤੀ ਦੋ ਚਾਰ ਦਿਨ ਲਈ ਠਹਿਰਦਾ ਹੈ ਉੱਥੇ ਇਹਨਾਂ ਪੀ ਜੀ ਘਰਾਂ ਵਿੱਚ ਲੋਕ ਮਹੀਨਿਆਂ ਜਾਂ ਸਾਲਾਂ ਬੱਧੀ ਰਹਿਣ ਲਈ ਆਉਂਦੇ ਹਨ ਅਤੇ ਇਸ ਕਾਰਨ ਇਹਨਾਂ ਕੇਂਦਰਾਂ ਦੇ ਆਸ ਪਾਸ ਰਹਿਣ ਵਾਲੇ ਲੋਕਾਂ ਨੂੰ ਲਗਾਤਾਰ ਪਰੇਸ਼ਾਨੀ ਸਹਿਣ ਲਈ ਮਜਬੂਰ ਹੋਣਾ ਪੈਂਦਾ ਹੈ।
ਇਹਨਾਂ ਪੀ ਜੀ ਕੇਂਦਰਾਂ ਦੇ ਸੰਚਾਲਕਾਂ ਵਲੋਂ ਕੋਠੀਆਂ ਕਿਰਾਏ ਤੇ ਲੈਣ ਵੇਲੇ ਜਾਇਦਾਦ ਮਾਲਕ ਨੂੰ ਆਮ ਨਾਲੋਂ ਕਾਫੀ ਜਿਆਦਾ ਵੱਧ ਕਿਰਾਇਆ ਅਦਾ ਕਰਨ ਦੀ ਪੇਸ਼ਕਸ਼ ਕੀਤੀ ਜਾਂਦੀ ਹੈ ਅਤੇ ਉਹ ਲੋਕ ਜਿਹਨਾਂ ਨੇ ਸਿਰਫ ਕਿਰਾਏ ਦੀ ਆਮਦਨ ਵਾਸਤੇ ਹੀ ਜਾਇਦਾਦ ਬਣਾਈ ਹੁੰਦੀ ਹੈ, ਬੜੀ ਆਸਾਨੀ ਨਾਲ ਪੀ ਜੀ ਚਲਾਉਣ ਵਾਸਤੇ ਆਪਣੀ ਜਾਇਦਾਦ ਕਿਰਾਏ ਤੇ ਦੇਣ ਲਈ ਤਿਆਰ ਹੋ ਜਾਂਦੇ ਹਨ ਅਤੇ ਪੀ ਜੀ ਚਲਾਉਣ ਵਾਲਿਆਂ ਨੂੰ ਬੜੀ ਆਸਾਨੀ ਨਾਲ ਆਪਣੀਆਂ ਮਨਪਸੰਦ ਕੋਠੀਆਂ ਹਾਸਿਲ ਹੋ ਜਾਂਦੀਆਂ ਹਨ। ਪੀ ਜੀ ਕੇਂਦਰਾਂ ਦੇ ਸੰਚਾਲਕਾਂ ਤੇ ਇਹ ਇਲਜਾਮ ਵੀ ਲੱਗਦਾ ਹੈ ਕਿ ਉਹ ਆਪਣੇ ਕੇਂਦਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਵੀ ਮੁਹਈਆ ਨਹੀਂ ਕਰਵਾਉਂਦੇ ਅਤੇ ਵੱਧ ਕਮਾਈ ਦੇ ਲਾਲਚ ਵਿੱਚ ਇੱਕ ਕਮਰੇ ਵਿੱਚ ਤਿੰਨ ਤੋਂ ਚਾਰ ਤਕ ਮੰਜੇ ਲਗਾ ਕੇ ਉੱਥੇ ਸਮਰਥਾ ਤੋਂ ਵੱਧ ਵਿਅਕਤੀਆਂ ਨੂੰ ਰੱਖਿਆ ਜਾਂਦਾ ਹੈ। ਇਹਨਾਂ ਪੀ ਜੀ ਕੇਂਦਰਾਂ ਵਿੱਚ ਰਹਿਣ ਵਾਲੇ ਨੌਜਵਾਨ ਮੁੰਡੇ ਕੁੜੀਆਂ ਦੇ ਵਾਹਨਾਂ ਦੀ ਪਾਰਕਿੰਗ ਦਾ ਵੀ ਕੋਈ ਪ੍ਰਬੰਧ ਨਹੀਂ ਕੀਤਾ ਜਾਂਦਾ ਜਿਸ ਕਾਰਨ ਆਸ ਪੜੌਸ ਦੇ ਵਸਨੀਕਾਂ ਨੂੰ ਭਾਰੀ ਪਰੇਸ਼ਾਨੀ ਹੁੰਦੀ ਹੈ।
ਇਸ ਸੰਬੰਧੀ ਜੇਕਰ ਸਥਾਨਕ ਪ੍ਰਸ਼ਾਸ਼ਨ ਦੀ ਗੱਲ ਕਰੀਏ ਤਾਂ ਪ੍ਰਸ਼ਾਸ਼ਨ, ਸ਼ਹਿਰ ਵਿੱਚ ਅਧਿਕਾਰਤ ਢੰਗ ਨਾਲ ਚਲਾਏ ਜਾਂਦੇ ਪੀ ਜੀ ਦੇ ਇਸ ਕਾਰੋਬਾਰ ਤੇ ਕਾਬੂ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਸਾਬਿਤ ਹੋਇਆ ਹੈ ਅਤੇ ਸ਼ਹਿਰ ਦੇ ਵੱਖ ਵੱਖ ਫੇਜ਼ਾਂ ਵਿੱਚ ਕਿਰਾਏ ਤੇ ਕੋਠੀਆਂ ਲੈ ਕੇ ਆਪਣੇ ਪੀ ਜੀ ਕੇਂਦਰ ਚਲਾਉਣ ਵਾਲੇ ਲੋਕਾਂ ਉੱਪਰ ਪ੍ਰਸ਼ਾਸ਼ਨ ਦਾ ਕੋਈ ਕਾਬੂ ਨਹੀਂ ਹੈ। ਪ੍ਰਸ਼ਾਸ਼ਨ ਕੋਲ ਇਸ ਗੱਲ ਦੀ ਪੂਰੀ ਜਾਣਕਾਰੀ ਤਕ ਨਹੀਂ ਹੈ ਕਿ ਸ਼ਹਿਰ ਵਿੱਚ ਅਜਿਹੇ ਕਿੰਨੇ ਵਿਅਕਤੀਆਂ ਵਲੋਂ ਇਸ ਤਰੀਕੇ ਨਾਲ ਕੋਠੀਆਂ ਕਿਰਾਏ ਤੇ ਲੈ ਕੇ ਪੀ ਜੀ ਚਲਾਉਣ ਦਾ ਇਹ ਕਾਰੋਬਾਰ ਕੀਤਾ ਜਾ ਰਿਹਾ ਹੈ ਜਦੋਂਕਿ ਪੀ ਜੀ ਘਰਾਂ ਦੇ ਸੰਚਾਲਕਾਂ ਵਲੋਂ ਕੀਤੀਆਂ ਜਾਂਦੀਆਂ ਮਨਮਾਨੀਆਂ ਕਾਰਨ ਸ਼ਹਿਰ ਵਾਸੀਆਂ ਨੂੰ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਸਹਿਣੀਆਂ ਪੈਂਦੀਆਂ ਹਨ।
ਰਿਹਾਇਸ਼ੀ ਖੇਤਰਾਂ ਵਿੱਚ ਖੁੰਬਾਂ ਵਾਂਗ ਪੁੰਗਰੇ ਇਹਨਾਂ ਪੀ ਜੀ ਕੇਂਦਰਾਂ ਦੀ ਸਮੱਸਿਆ ਦੇ ਹਲ ਲਈ ਜਰੂਰੀ ਹੈ ਕਿ ਅਣਅਧਿਕਾਰਤ ਤੌਰ ਤੇ ਚਲਦੇ ਇਹਨਾਂ ਪੀ ਜੀ ਘਰਾਂ ਤੇ ਲਗਾਮ ਕਸੀ ਜਾਵੇ ਅਤੇ ਇਹਨਾਂ ਨੂੰ ਸਖਤੀ ਨਾਲ ਬੰਦ ਕਰਵਾਇਆ ਜਾਵੇ। ਇਹਨਾਂ ਪੀ ਜੀ ਕੇਂਦਰਾਂ ਕਾਰਨ ਸ਼ਹਿਰ ਦੀ ਕਾਨੂੰਨ ਵਿਵਸਥਾ ਦੀ ਹਾਲਤ ਵੀ ਪ੍ਰਭਾਵਿਤ ਹੁੰਦੀ ਹੈ ਅਤੇ ਇਸਤੇ ਕਾਬੂ ਕੀਤਾ ਜਾਣਾ ਬਹੁਤ ਜਰੂਰੀ ਹੈ ਇਸ ਲਈ ਪ੍ਰਸ਼ਾਸ਼ਨ ਵਲੋਂ ਇਸ ਸੰਬੰਧੀ ਲੋੜੀਂਦੇ ਕਦਮ ਚੁੱਕੇ ਜਾਣੇ ਚਾਹੀਦੇ ਹਨ। ਜਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਚਾਹੀਦਾ ਹੈ ਕਿ ਉਹ ਖੁਦ ਇਸ ਪਾਸੇ ਧਿਆਨ ਦੇਣ ਅਤੇ ਇਸ ਸੰਬੰਧੀ ਲੋੜੀਂਦੀ ਕਾਰਵਾਈ ਨੂੰ ਯਕੀਨੀ ਬਣਾਉਣ ਤਾਂ ਜੋ ਆਮ ਲੋਕਾਂ ਨੂੰ ਇਸ ਕਾਰਨ ਪੇਸ਼ ਆਉਂਦੀਆਂ ਸਮੱਸਿਆਵਾਂ ਤੋਂ ਛੁਟਕਾਰਾ ਹਾਸਿਲ ਹੋਵੇ।
Editorial
ਸੂਬੇ ਦੇ ਨੌਜਵਾਨਾਂ ਲਈ ਰੁਜਗਾਰ ਦਾ ਪ੍ਰਬੰਧ ਕਰਨਾ ਸਰਕਾਰ ਦੀ ਜਿੰਮੇਵਾਰੀ
ਤਿੰਨ ਸਾਲ ਪਹਿਲਾਂ ਪੰਜਾਬੀ ਨੌਜਵਾਨਾਂ ਦੇ ਵਿਦੇਸ਼ਾਂ ਵੱਲ ਹੁੰਦੇ ਪ੍ਰਰਵਾਸ ਨੂੰ ਰੋਕਣ ਲਈ ਪੰਜਾਬ ਵਿੱਚ ਹੀ ਰੁਜਗਾਰ ਦੇ ਲੋੜੀਂਦੇ ਪ੍ਰਬੰਧ ਕਰਨ ਦਾ ਦਾਅਵਾ ਕਰਕੇ ਸੱਤਾ ਹਾਸਿਲ ਕਰਨ ਵਾਲੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੂਬੇ ਦੇ ਨੌਜਵਾਨਾਂ ਨੂੰ ਰੁਜਗਾਰ ਮੁਹਈਆ ਕਰਵਾਉਣ ਦੇ ਮੋਰਚੇ ਤੇ ਹੁਣ ਤਕ ਕਾਗਜੀ ਦਾਅਵੇ ਤਾਂ ਬਹੁਤ ਕੀਤੇ ਗਏ ਹਨ, ਪਰੰਤੂ ਜਮੀਨੀ ਹਾਲਾਤ ਦੀ ਗੱਲ ਕਰੀਏ ਤਾਂ ਇਹ ਗੱਲ ਕਾਫੀ ਹੱਦ ਤਕ ਬਿਆਨਬਾਜੀ ਤਕ ਹੀ ਸੀਮਿਤ ਦਿਖਦੀ ਹੈ ਅਤੇ ਬੇਰੁਜਗਾਰੀ ਦੇ ਮੁੱਦੇ ਤੇ ਸਰਕਾਰ ਦੇ ਖਿਲਾਫ ਹੁੰਦੇ ਪ੍ਰਦਰਸ਼ਨ ਸਰਕਾਰ ਦੀ ਨਾਕਾਮੀ ਦੀ ਕਹਾਣੀ ਖੁਦ ਬਿਆਨ ਕਰਦੇ ਹਨ।
ਪੰਜਾਬ ਦੀ ਸੱਤਾ ਤੇ ਕਾਬਜ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਹਜਾਰਾਂ ਦੀ ਗਿਣਤੀ ਵਿੱਚ ਸਰਕਾਰੀ ਨੌਕਰੀਆਂ ਦੇਣ ਦੇ ਦਾਅਵੇ ਤਾਂ ਕੀਤੇ ਜਾਂਦੇ ਹਨ ਪਰੰਤੂ ਇਸ ਸੰਬੰਧੀ ਵੀ ਵਿਰੋਧੀ ਪਾਰਟੀਆਂ ਵਲੋਂ ਇਹ ਇਲਜਾਮ ਲਗਾਇਆ ਜਾਂਦਾ ਹੈ ਕਿ ਸਰਕਾਰ ਵਲੋਂ ਦਿੱਤੀਆਂ ਗਈਆਂ ਨੌਕਰੀਆਂ ਵਿੱਚ ਵੀ ਪੰਜਾਬੀ ਨੌਜਵਾਨਾਂ ਦੇ ਮੁਕਾਬਲੇ ਹੋਰਨਾਂ ਸੂਬਿਆਂ ਦੇ ਨੌਜਵਾਨਾਂ ਨੂੰ ਵੱਧ ਨੌਕਰੀਆਂ ਮਿਲੀਆਂ ਹਨ। ਅਸਲੀਅਤ ਇਹੀ ਹੈ ਕਿ ਪੰਜਾਬ ਸਰਕਾਰ ਨਾ ਤਾਂ ਸੂਬੇ ਦੇ ਨੌਜਵਾਨਾਂ ਨੂੰ ਲੋੜੀਂਦਾ ਰੁਜਗਾਰ ਮੁਹਈਆ ਕਰਵਾਉਣ ਵਿੱਚ ਕਾਮਯਾਬ ਹੋ ਪਾਈ ਹੈ ਅਤੇ ਨਾ ਹੀ ਪੰਜਾਬ ਤੋਂ ਵਿਦੇਸ਼ਾਂ ਵੱਲ ਹੁੰਦੇ ਪਰਵਾਸ ਤੇ ਕੋਈ ਰੋਕ ਲੱਗ ਪਾਈ ਹੈ।
ਇਸ ਦੌਰਾਨ ਸਰਕਾਰ ਦੇ ਹਿਮਾਇਤੀ ਇਹ ਤਰਕ ਦਿੰਦੇ ਦਿਖਦੇ ਹਨ ਕਿ ਨਵੀਂ ਸਰਕਾਰ ਵਲੋਂ ਸੱਤਾ ਸੰਭਾਲਣ ਤੋਂ ਬਾਅਦ ਪਿਛਲੀਆਂ ਸਾਰੀਆਂ ਸਰਕਾਰਾਂ ਦੇ ਮੁਕਾਬਲੇ ਕਈ ਗੁਨਾ ਵੱਧ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਅਤੇ ਸਰਕਾਰ ਦੀ ਕਾਰਗੁਜਾਰੀ ਦਾ ਲੇਖਾ ਜੋਖਾ ਕਰਨ ਵੇਲੇ ਇਸ ਗੱਲ ਨੂੰ ਵੀ ਧਿਆਨ ਵਿੱਚ ਰੱਖਿਆ ਜਾਣਾ ਚਾਹੀਦਾ ਹੈ ਪਰੰਤੂ ਜਦੋਂ ਮਾਨ ਸਰਕਾਰ ਵਲੋਂ ਆਪਣੇ ਹੁਣ ਤਕ ਦੇ ਕਾਰਜਕਾਲ ਦੀਆਂ ਪ੍ਰਾਪਤੀਆਂ ਦਾ ਬਖਾਨ ਕਰਨ ਵਾਲੀ ਇਸ਼ਤਿਹਾਰੀ ਮੁਹਿੰਮ ਚਲਾਉਂਦੀ ਹੈ ਤਾਂ ਫਿਰ ਉਸਦੀ ਕਾਰਗੁਜਾਰੀ ਬਾਰੇ ਗੱਲ ਤਾਂ ਹੋਣੀ ਹੀ ਹੈ।
ਆਪਣੇ ਹੁਣ ਤਕ ਦੇ ਕਾਰਜਕਾਲ ਦੌਰਾਨ ਨਵੀਂ ਸਰਕਾਰ ਵਲੋਂ ਨਾ ਤਾਂ ਪੰਜਾਬੀ ਨੌਜਵਾਨਾਂ ਵਾਸਤੇ ਨਵੇਂ ਰੁਜਗਾਰ ਸਿਰਜਨ ਵਾਸਤੇ ਕੋਈ ਪਾਲਸੀ ਸਾਮ੍ਹਣੇ ਲਿਆਂਦੀ ਗਈ ਹੈ ਅਤੇ ਨਾ ਹੀ ਇਸ ਸੰਬੰਧੀ ਕੋਈ ਮੁੱਢਲੀ ਕਾਰਵਾਈ ਹੋਈ ਹੈ। ਉੱਪਰੋਂ ਸਰਕਾਰ ਵਲੋਂ ਕੀਤੇ ਜਾਂਦੇ ਹਵਾ ਹਵਾਈ ਦਾਅਵਿਆਂ ਕਾਰਨ ਲੋਕਾਂ ਦਾ ਭਰੋਸਾ ਵੀ ਡਗਮਗਾਉਣ ਲੱਗ ਗਿਆ ਹੈ। ਇਸ ਦੌਰਾਨ ਨੌਜਵਾਨਾਂ ਨੂੰ ਲੋੜੀਂਦਾ ਰੁਜਗਾਰ ਨਾ ਮਿਲਣ ਕਾਰਨ ਜਿੱਥੇ ਵਿਦੇਸ਼ ਜਾਣ ਦੇ ਚਾਹਵਾਨ ਨੌਜਵਾਨਾਂ ਦੀ ਕਤਾਰ ਲਗਾਤਾਰ ਲੰਬੀ ਅਤੇ ਹੋਰ ਲੰਬੀ ਹੁੰਦੀ ਜਾ ਰਹੀ ਹੈ ਉੱਥੇ ਸੂਬੇ ਵਿੱਚ ਬੇਰੁਜਗਾਰ ਨੌਜਵਾਨਾਂ ਦੀ ਗਿਣਤੀ ਵਿੱਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ। ਸਰਕਾਰ ਦੀ ਕਾਰਗੁਜਾਰੀ ਦੀ ਹਾਲਤ ਇਹ ਹੈ ਕਿ ਉਸ ਵਲੋਂ ਸਰਕਾਰੀ ਨੌਕਰੀਆਂ ਵਿੱਚ ਕਟੌਤੀ ਕੀਤੀ ਜਾ ਰਹੀ ਹੈ ਅਤੇ ਨਿੱਜੀ ਖੇਤਰ ਵਿੱਚ ਵੀ ਨੌਕਰੀਆਂ ਨਾ ਮਿਲਣ ਕਾਰਨ ਬੇਰੁਜਗਾਰਾਂ ਦੀ ਕਤਾਰ ਵੀ ਲਗਾਤਾਰ ਲੰਬੀ ਹੁੰਦੀ ਜਾ ਰਹੀ ਹੈ।
ਪੰਜਾਬ ਸਰਕਾਰ ਵਲੋਂ ਸੂਬੇ ਦੇ ਨੌਜਵਾਨਾਂ ਨੂੰ ਲੋੜੀਂਦਾ ਰੁਜਗਾਰ ਮੁਹਈਆ ਕਰਵਾਉਣ ਵਿੱਚ ਨਾਕਾਮ ਰਹਿਣ ਕਾਰਨ ਜਿਆਦਾਤਰ ਨੌਜਵਾਨ ਨਾ ਸਿਰਫ ਸਰਕਾਰ ਤੋਂ ਨਿਰਾਸ਼ ਦਿਖਦੇ ਹਨ ਬਲਕਿ ਬੇਰੁਜਗਾਰੀ ਵਿੱਚ ਹੋਣ ਵਾਲੇ ਇਸ ਵਾਧੇ ਕਾਰਨ ਵਿਹਲੇ ਘੁੰਮਣ ਵਾਲੇ ਸਾਡੇ ਨੌਜਵਾਨ ਸਮਾਜ ਲਈ ਵੱਡੀ ਸਿਰਦਰਦੀ ਬਣ ਰਹੇ ਹਨ। ਪੰਜਾਬ ਵਿੱਚ ਲੰਬਾਂ ਸਮਾਂ ਅੱਤਵਾਦ ਰਹਿਣ ਦਾ ਇਕ ਕਾਰਨ ਵੀ ਬੇਰੁਜਗਾਰੀ ਹੀ ਸੀ ਕਿਉਂਕਿ ਉਸ ਸਮੇਂ ਵੀ ਪੜੇ ਲਿਖੇ ਵਿਹਲੇ ਫਿਰਦੇ ਨੌਜਵਾਨ ਪੈਸੇ ਜਾਂ ਕਿਸੇ ਹੋਰ ਲਾਲਚ ਵਿੱਚ ਗਲਤ ਰਾਹ ਤੁਰ ਪਏ ਸਨ। ਹੁਣ ਤਾਂ ਪੰਜਾਬ ਵਿੱਚ ਨੌਜਵਾਨ ਪੀੜੀ ਨਸ਼ੇ ਦੀ ਆਦੀ ਹੋ ਚੁੱਕੀ ਹੈ ਜਿਸ ਦਾ ਇਕ ਵੱਡਾ ਕਾਰਨ ਨੌਜਵਾਨਾਂ ਕੋਲ ਰੁਜਗਾਰ ਦਾ ਨਾ ਹੋਣਾ ਵੀ ਹੈ।
ਜਮੀਨੀ ਹਾਲਾਤ ਇਹ ਹਨ ਕਿ ਸੂਬੇ ਦੇ ਵੱਡੀ ਗਿਣਤੀ ਨੌਜਵਾਨ ਬੇਰੁਜਗਾਰ ਹਨ। ਸਾਡੇ ਪੜ੍ਹੇ ਲਿਖੇ ਨੌਜਵਾਨਾਂ ਦੇ ਵਿਹਲੇ ਹੋਣ ਦਾ ਇੱਕ ਵੱਡਾ ਕਾਰਨ ਇਹ ਵੀ ਹੈ ਕਿ ਚੰਗੀ ਨੌਕਰੀ ਉਹਨਾਂ ਨੂੰ ਮਿਲਦੀ ਨਹੀਂ ਹੈ ਅਤੇ ਛੋਟਾ ਮੋਟਾ ਕੰਮ ਕਰਨ ਲਈ ਉਹ ਤਿਆਰ ਨਹੀਂ ਹੁੰਦੇ ਅਤੇ ਜਿਸਨੂੰ ਵੀ ਵੇਖੋ ਉਹ ਵਿਦੇਸ਼ ਜਾਣ ਦੀ ਤਿਆਰੀ ਵਿੱਚ ਦਿਖਦਾ ਹੈ। ਨੌਜਵਾਨਾਂ ਵਿੱਚ ਵਿਦੇਸ਼ ਜਾਣ ਦੇ ਇਸ ਵੱਧਦੇ ਰੁਝਾਨ ਦਾ ਸਭ ਤੋਂ ਵੱਧ ਨੁਕਸਾਨ ਪੰਜਾਬ ਨੂੰ ਹੀ ਹੋ ਰਿਹਾ ਹੈ ਜਿਸਦੇ ਪੜੇ ਲਿਖੇ ਨੌਜਵਾਨ ਵਿਦੇਸ਼ ਜਾ ਰਹੇ ਹਨ।
ਪੰਜਾਬ ਸਰਕਾਰ ਦੀ ਇਹ ਜਿੰਮੇਵਾਰੀ ਬਣਦੀ ਹੈ ਕਿ ਉਹ ਸੂਬੇ ਦੇ ਨੌਜਵਾਨਾਂ ਲਈ ਰੁਜਗਾਰ ਦੇ ਨਵੇਂ ਮੌਕੇ ਮੁਹਈਆ ਕਰਵਾਏ ਅਤੇ ਵਿਹਲੇ ਘੁੰਮ ਰਹੇ ਨੌਜਵਾਨਾਂ ਨੂੰ ਬਣਦਾ ਰੁਜਗਾਰ ਮੁਹਈਆ ਕਰਵਾਏ ਤਾਂ ਜੋ ਸਾਡੇ ਨੌਜਵਾਨ ਵਿਦੇਸ਼ ਜਾਣ ਦਾ ਮੋਹ ਤਿਆਗ ਕੇ ਸੂਬੇ ਦੀ ਤਰੱਕੀ ਵਿੱਚ ਹਿੱਸੇਦਾਰ ਬਣਨ।
Editorial
ਔਰਤ ਦਿਵਸ : ਇੱਕ ਦਿਨ ਦਾ ਰਸਮੀ ਸਨਮਾਨ ਜਾਂ ਰੋਜ਼ਾਨਾ ਦਾ ਫਰਜ਼?

ਅੰਤਰਰਾਸ਼ਟਰੀ ਮਹਿਲਾ ਦਿਵਸ, ਇੱਕ ਅਜਿਹਾ ਦਿਹਾੜਾ ਜਿਸਨੂੰ ਅਸੀਂ ਔਰਤਾਂ ਨੂੰ ਸਨਮਾਨ ਦੇਣ ਲਈ ਮਨਾਉਂਦੇ ਹਾਂ। ਸੋਸ਼ਲ ਮੀਡੀਆ ਤੇ ਵਧਾਈਆਂ, ਤਸਵੀਰਾਂ ਅਤੇ ਔਰਤਾਂ ਦੀ ਤਾਰੀਫ਼ ਨਾਲ ਭਰੇ ਸੰਦੇਸ਼ਾਂ ਦੀ ਝੜੀ ਲੱਗ ਜਾਂਦੀ ਹੈ। ਹਰ ਕੋਈ ਔਰਤਾਂ ਦੀ ਤਾਕਤ, ਹਿੰਮਤ ਅਤੇ ਯੋਗਦਾਨ ਦੀ ਗੱਲ ਕਰਦਾ ਹੈ। ਇਹ ਦਿਨ ਔਰਤਾਂ ਲਈ ਕਿਸੇ ਤਿਉਹਾਰ ਤੋਂ ਘੱਟ ਨਹੀਂ ਹੁੰਦਾ, ਇੱਕ ਦਿਨ ਲਈ ਸਭ ਕੁਝ ਬਦਲਿਆ ਹੋਇਆ ਲੱਗਦਾ ਹੈ। ਪਰ ਕੀ ਇਹ ਸਿਰਫ਼ ਇੱਕ ਦਿਨ ਦਾ ਜਸ਼ਨ ਹੀ ਕਾਫ਼ੀ ਹੈ? ਕੀ ਸਿਰਫ਼ ਸ਼ੁਭਕਾਮਨਾਵਾਂ ਦੇਣ ਨਾਲ ਸਾਡਾ ਫ਼ਰਜ਼ ਪੂਰਾ ਹੋ ਜਾਂਦਾ ਹੈ?
ਅਸਲ ਸਵਾਲ ਇਹ ਹੈ ਕਿ ਕੀ ਅਸੀਂ ਸਿਰਫ਼ ਇੱਕ ਦਿਨ ਔਰਤਾਂ ਨੂੰ ਸਨਮਾਨ ਦੇ ਕੇ ਉਨ੍ਹਾਂ ਨਾਲ ਹੋ ਰਹੇ ਅਨਿਆਂ ਨੂੰ ਭੁੱਲ ਸਕਦੇ ਹਾਂ? ਕੀ ਇਹ ਕਾਫ਼ੀ ਹੈ ਜਦੋਂ ਔਰਤਾਂ ਨੂੰ ਹਰ ਰੋਜ਼ ਜਿਨਸੀ ਹਮਲੇ, ਹਿੰਸਾ, ਬੇਇੱਜ਼ਤੀ ਅਤੇ ਭੇਦਭਾਵ ਦਾ ਸਾਹਮਣਾ ਕਰਨਾ ਪੈਂਦਾ ਹੈ? ਅੱਜ ਵੀ ਔਰਤਾਂ ਨੂੰ ਘਰਾਂ ਵਿੱਚ, ਕੰਮ ਵਾਲੀਆਂ ਥਾਵਾਂ ਤੇ ਅਤੇ ਜਨਤਕ ਥਾਵਾਂ ਤੇ ਸੁਰੱਖਿਅਤ ਮਹਿਸੂਸ ਨਹੀਂ ਹੁੰਦਾ। ਉਹ ਅਜੇ ਵੀ ਲਿੰਗ ਭੇਦਭਾਵ, ਘਰੇਲੂ ਹਿੰਸਾ, ਬਰਾਬਰ ਮੌਕਿਆਂ ਦੀ ਘਾਟ ਅਤੇ ਸਮਾਜਿਕ ਰੂੜੀਵਾਦੀ ਸੋਚ ਦਾ ਸ਼ਿਕਾਰ ਹਨ।
ਅਸੀਂ ਔਰਤਾਂ ਨੂੰ ਦੇਵੀ ਮੰਨਦੇ ਹਾਂ, ਪਰ ਅਸਲ ਜ਼ਿੰਦਗੀ ਵਿੱਚ ਉਨ੍ਹਾਂ ਨੂੰ ਸਨਮਾਨ ਨਹੀਂ ਦਿੰਦੇ। ਅਸੀਂ ਉਨ੍ਹਾਂ ਨੂੰ ਘਰ ਦੀ ਚਾਰਦੀਵਾਰੀ ਵਿੱਚ ਕੈਦ ਕਰਕੇ ਰੱਖਣਾ ਚਾਹੁੰਦੇ ਹਾਂ, ਉਨ੍ਹਾਂ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੇ ਹਾਂ। ਸਾਨੂੰ ਇਹ ਸਮਝਣਾ ਹੋਵੇਗਾ ਕਿ ਔਰਤਾਂ ਨੂੰ ਸਿਰਫ਼ ਇੱਕ ਦਿਨ ਨਹੀਂ, ਬਲਕਿ ਹਰ ਰੋਜ਼ ਸਨਮਾਨ ਦੇਣ ਦੀ ਜ਼ਰੂਰਤ ਹੈ। ਸਾਨੂੰ ਉਨ੍ਹਾਂ ਨੂੰ ਬਰਾਬਰ ਦੇ ਮੌਕੇ ਦੇਣੇ ਚਾਹੀਦੇ ਹਨ, ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ ਅਤੇ ਉਨ੍ਹਾਂ ਦੀ ਆਵਾਜ਼ ਨੂੰ ਸੁਣਨਾ ਚਾਹੀਦਾ ਹੈ।
ਮਹਿਲਾ ਦਿਵਸ ਸਿਰਫ਼ ਇੱਕ ਦਿਨ ਦਾ ਜਸ਼ਨ ਨਹੀਂ, ਬਲਕਿ ਔਰਤਾਂ ਦੇ ਹੱਕਾਂ ਲਈ ਲੜਨ ਦਾ ਇੱਕ ਪ੍ਰਣ ਹੈ। ਇਹ ਇੱਕ ਅਜਿਹਾ ਦਿਨ ਹੈ ਜਦੋਂ ਸਾਨੂੰ ਆਪਣੇ ਸਮਾਜ ਵਿੱਚ ਔਰਤਾਂ ਦੀ ਸਥਿਤੀ ਤੇ ਵਿਚਾਰ ਕਰਨਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਬਿਹਤਰ ਭਵਿੱਖ ਦੇਣ ਲਈ ਕਦਮ ਚੁੱਕਣੇ ਚਾਹੀਦੇ ਹਨ। ਸਾਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਔਰਤਾਂ ਨੂੰ ਸਿਰਫ਼ ਸ਼ੁਭਕਾਮਨਾਵਾਂ ਨਹੀਂ, ਬਲਕਿ ਬਰਾਬਰਤਾ, ਸੁਰੱਖਿਆ ਅਤੇ ਸਨਮਾਨ ਮਿਲੇ। ਸਾਨੂੰ ਆਪਣੇ ਸਮਾਜ ਵਿੱਚ ਅਜਿਹਾ ਮਾਹੌਲ ਬਣਾਉਣਾ ਚਾਹੀਦਾ ਹੈ ਜਿੱਥੇ ਔਰਤਾਂ ਬਿਨਾਂ ਕਿਸੇ ਡਰ ਤੋਂ ਆਪਣੀ ਜ਼ਿੰਦਗੀ ਜੀ ਸਕਣ, ਆਪਣੇ ਸੁਪਨੇ ਪੂਰੇ ਕਰ ਸਕਣ ਅਤੇ ਸਮਾਜ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾ ਸਕਣ।
ਸਾਨੂੰ ਔਰਤਾਂ ਨੂੰ ਸਿੱਖਿਆ ਅਤੇ ਰੁਜ਼ਗਾਰ ਦੇ ਬਰਾਬਰ ਮੌਕੇ ਦੇਣੇ ਚਾਹੀਦੇ ਹਨ। ਸਾਨੂੰ ਉਨ੍ਹਾਂ ਨੂੰ ਘਰੇਲੂ ਹਿੰਸਾ ਅਤੇ ਜਿਨਸੀ ਸ਼ੋਸ਼ਣ ਤੋਂ ਬਚਾਉਣ ਲਈ ਸਖ਼ਤ ਕਾਨੂੰਨ ਬਣਾਉਣੇ ਚਾਹੀਦੇ ਹਨ। ਸਾਨੂੰ ਆਪਣੇ ਸਮਾਜ ਵਿੱਚ ਔਰਤਾਂ ਪ੍ਰਤੀ ਸੋਚ ਨੂੰ ਬਦਲਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਸਤਿਕਾਰ ਦੇਣਾ ਸਿਖਾਉਣਾ ਚਾਹੀਦਾ ਹੈ।
ਆਓ, ਇਸ ਮਹਿਲਾ ਦਿਵਸ ਤੇ ਅਸੀਂ ਸਾਰੇ ਮਿਲ ਕੇ ਇਹ ਪ੍ਰਣ ਕਰੀਏ ਕਿ ਅਸੀਂ ਔਰਤਾਂ ਨੂੰ ਸਿਰਫ਼ ਇੱਕ ਦਿਨ ਨਹੀਂ, ਸਗੋਂ ਹਰ ਰੋਜ਼ ਸਨਮਾਨ ਦੇਵਾਂਗੇ। ਅਸੀਂ ਉਨ੍ਹਾਂ ਦੇ ਹੱਕਾਂ ਲਈ ਲੜਾਂਗੇ, ਉਨ੍ਹਾਂ ਨੂੰ ਸੁਰੱਖਿਅਤ ਅਤੇ ਬਿਹਤਰ ਭਵਿੱਖ ਦੇਵਾਂਗੇ ਅਤੇ ਸਮਾਜ ਵਿੱਚ ਬਰਾਬਰ ਦਾ ਦਰਜਾ ਦੇਵਾਂਗੇ। ਇਹ ਹੀ ਅਸਲ ਵਿੱਚ ਮਹਿਲਾ ਦਿਵਸ ਮਨਾਉਣ ਦਾ ਸਹੀ ਤਰੀਕਾ ਹੈ।
ਚਾਨਣ ਦੀਪ ਸਿੰਘ ਔਲਖ
ਸੰਪਰਕ 9876888177
Editorial
ਅੰਤਰਰਾਸ਼ਟਰੀ ਮਹਿਲਾ ਦਿਵਸ

8 ਮਾਰਚ ਦਾ ਦਿਨ ਮਹਿਲਾਵਾਂ ਨੂੰ ਸਮਰਪਿਤ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ, ਜਿਸ ਦਾ ਮੁੱਖ ਉਦੇਸ਼ ਮਹਿਲਾਵਾਂ ਨੂੰ ਸਸ਼ੱਕਤ ਕਰਨਾ ਹੈ। ਇਸ ਵਾਰ ਮਹਿਲਾ ਦਿਵਸ ਦਾ ਥੀਮ ‘ਸਥਾਈ ਕੱਲ੍ਹ ਲਈ ਅੱਜ ਲਿੰਗ ਸਮਾਨਤਾ’ ਜ਼ਰੂਰੀ ਹੈ।
ਅੱਜ ਔਰਤਾਂ ਸਮਾਜ ਦਾ ਅਹਿਮ ਹਿੰਸਾ ਹਨ ਤੇ ਲਗਪਗ ਹਰ ਖੇਤਰ ਵਿੱਚ ਮਹਿਲਾਵਾਂ ਦਾ ਪੁਰਸ਼ਾਂ ਦੇ ਬਰਾਬਰ ਦਾ ਯੋਗਦਾਨ ਹੈ। ਅੰਤਰਰਾਸ਼ਟਰੀ ਮਹਿਲਾ ਦਿਵਸ ਔਰਤਾਂ ਦੇ ਇਸ ਯੋਗਦਾਨ ਨੂੰ ਵਧਾਉਣ ਤੇ ਔਰਤਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ, ਉਨ੍ਹਾਂ ਦੇ ਜੀਵਨ ਨੂੰ ਬਿਹਤਰ ਬਨਾਉਣ ਦੇ ਉਦੇਸ਼ ਨਾਲ ਮਨਾਇਆ ਜਾਂਦਾ ਹੈ। 1908 ਵਿੱਚ ਅਮਰੀਕਾ ਵਿੱਚ ਇੱਕ ਮਜ਼ਦੂਰ ਅੰਦੋਲਨ ਹੋਇਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਮਜ਼ਦੂਰ ਔਰਤਾ ਸ਼ਾਮਲ ਹੋਈਆਂ। ਲਗਪਗ 15,000 ਮਹਿਲਾਵਾਂ ਨੇ ਨਿਊਯਾਰਕ ਦੀਆਂ ਸੜਕਾਂ ਤੇ ਮਾਰਚ ਕੀਤਾ ਤੇ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕੀਤੀ। ਮਜ਼ਦੂਰ ਔਰਤਾਂ ਨੇ ਮੰਗ ਕੀਤੀ ਕਿ ਉਨ੍ਹਾਂ ਦੇ ਕੰਮ ਦੇ ਘੰਟੇ ਘਟਾਏ ਜਾਣ ਅਤੇ ਤਨਖਾਹ ਸਕੇਲ ਵਿੱਚ ਵੀ ਵਾਧਾ ਕੀਤਾ ਜਾਵੇ। ਔਰਤਾਂ ਨੇ ਵੋਟ ਦੇ ਅਧਿਕਾਰ ਦੀ ਵੀ ਮੰਗ ਕੀਤੀ। ਇੰਨੀ ਵੱਡੀ ਗਿਣਤੀ ਵਿਚ ਔਰਤਾਂ ਦੇ ਆਪਣੇ ਅਧਿਕਾਰਾਂ ਨੂੰ ਲੈ ਕੇ ਬੁਲੰਦ ਆਵਾਜ਼ ਕਰਨ ਦੇ ਇਕ ਸਾਲ ਬਾਅਦ 1909 ਵਿਚ ਸੋਸ਼ਲਿਸਟ ਪਾਰਟੀ ਆਫ ਅਮਰੀਕਾ ਨੇ ਮਹਿਲਾ ਦਿਵਸ ਮਨਾਉਣ ਦਾ ਐਲਾਨ ਕੀਤਾ।
1910 ਵਿੱਚ ਕਲਾਰਾ ਜੈਟਕਿਨ ਨੇ ਕੋਪਨਹੇਗਨ ਵਿੱਚ ਕੰਮਕਾਜੀ ਔਰਤਾਂ ਦੀ ਇੱਕ ਕੌਮਾਂਤਰੀ ਕਾਨਫਰੰਸ ਦੌਰਾਨ ਇਸ ਦਿਨ ਨੂੰ ਵਿਸ਼ਵ ਪੱਧਰ ਤੇ ਮਨਾਉਣ ਦਾ ਸੁਝਾਅ ਦਿੱਤਾ। ਉਸ ਸਮੇਂ ਉੱਥੇ 17 ਦੇਸ਼ਾਂ ਦੀਆਂ 100 ਔਰਤਾਂ ਹਾਜ਼ਰ ਸਨ। ਸਾਰੀਆਂ ਨੇ ਇਸ ਮਤੇ ਦੀ ਹਮਾਇਤ ਕੀਤੀ। ਉਨ੍ਹਾਂ ਨੂੰ ਮਿਲੇ ਅਧਿਕਾਰਾਂ ਦੇ ਮੱਦੇਨਜ਼ਰ ਯੂਰਪ ਦੀਆਂ ਔਰਤਾਂ ਨੇ ਵੀ ਕੁਝ ਦਿਨਾਂ ਬਾਅਦ 8 ਮਾਰਚ ਨੂੰ ਸ਼ਾਂਤੀ ਕਾਰਕੁਨਾਂ ਦੀ ਹਮਾਇਤ ਵਿੱਚ ਰੈਲੀਆਂ ਕੱਢੀਆਂ। ਬਾਅਦ ਵਿੱਚ 1975 ਵਿੱਚ ਸੰਯੁਕਤ ਰਾਸ਼ਟਰ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਮਾਨਤਾ ਦਿੱਤੀ।
ਦੁਨੀਆ ਭਰ ਵਿੱਚ ਔਸਤਨ 33.3ਫੀਸਦੀ ਮਹਿਲਾ ਖੋਜਕਾਰਾਂ ਹਨ ਅਤੇ ਸਿਰਫ 35 ਫੀਸਦੀ ਮਹਿਲਾ ਖੋਜਕਾਰ ਵਿਗਿਆਨ, ਤਕਨਾਲੋਜੀ, ਇੰਜੀਨੀਅਰਿੰਗ ਅਤੇ ਗਣਿਤ ਨਾਲ ਸਬੰਧਤ ਖੇਤਰਾਂ ਦਾ ਅਧਿਐਨ ਕਰਦੀਆਂ ਹਨ। 2016 ਵਿੱਚ ਜਿਨ੍ਹਾਂ ਦੇਸ਼ਾਂ ਦੇ ਰਿਕਾਰਡ ਉਪਲਬਧ ਸਨ, ਉਨ੍ਹਾਂ ਵਿੱਚੋਂ ਸਿਰਫ਼ 30ਫੀਸਦੀ ਦੇਸ਼ਾਂ ਵਿੱਚ ਮਰਦ ਅਤੇ ਔਰਤ ਖੋਜਕਾਰਾਂ ਦੀ ਗਿਣਤੀ ਬਰਾਬਰ ਸੀ। ਹਾਲਾਂਕਿ, ਜੇਕਰ ਅਸੀਂ ਨਤੀਜਿਆਂ ਦੀ ਗੱਲ ਕਰੀਏ, ਤਾਂ ਇਨ੍ਹਾਂ ਵਿਸ਼ਿਆ ਵਿੱਚ ਮੁੰਡਿਆਂ ਅਤੇ ਕੁੜੀਆਂ ਦੇ ਨਤੀਜੇ ਲਗਭਗ ਇੱਕੋ ਜਿਹੇ ਹਨ ਪਰ ਫਿਰ ਵੀ ਸਮਾਜ ਵਿੱਚ ਇੱਕ ਲਿੰਗਕ ਧਾਰਨਾ ਹੈ ਕਿ ਕੁੜੀਆਂ ਇਨ੍ਹਾਂ ਖੇਤਰਾਂ ਵਿੱਚ ਚੰਗਾ ਪ੍ਰਦਰਸ਼ਨ ਨਹੀਂ ਕਰ ਸਕਦੀਆਂ ਅਤੇ ਇਸ ਕਾਰਨ ਉਨ੍ਹਾਂ ਦਾ ਪਰਿਵਾਰ ਅਤੇ ਸਮਾਜ ਉਨ੍ਹਾਂ ਨੂੰ ਇਨ੍ਹਾਂ ਵਿਸ਼ਿਆਂ ਵੱਲ ਘੱਟ ਉਤਸ਼ਾਹਿਤ ਕਰਦਾ ਹੈ।
ਕਿਸੇ ਵੀ ਖੇਤਰ ਵਿੱਚ ਉੱਚ ਪ੍ਰਬੰਧਨ ਅਹੁਦਿਆਂ ਤੇ ਔਰਤਾਂ ਦੀ ਗਿਣਤੀ ਬਹੁਤ ਘੱਟ ਹੈ। ਭਾਵੇਂ ਪਿਛਲੇ ਕੁਝ ਸਾਲਾਂ ਵਿੱਚ ਬਹੁਤ ਸੁਧਾਰ ਹੋਇਆ ਹੈ, ਪਰ ਫਿਰ ਵੀ ਅੱਜ ਤੱਕ ਵਿਗਿਆਨ ਦੇ ਖੇਤਰ ਵਿੱਚ ਸਿਰਫ਼ 22 ਔਰਤਾਂ ਨੂੰ ਹੀ ਨੋਬਲ ਪੁਰਸਕਾਰ ਦਿੱਤਾ ਗਿਆ ਹੈ। ਜਿਨ੍ਹਾਂ ਵਿੱਚ ਕਲਪਨਾ ਚਾਵਲਾ, ਸੁਨੀਤਾ ਵਿਲੀਅਮ, ਸੀਤਾ ਕੋਲਮੈਨ-ਕਮੂਲਾ, ਸੁਧਾ ਮੂਰਤੀ, ਨਿਗਾਰ ਸਾਜੀ, ਸੁਧਾ ਭੱਟਾਚਾਰੀਆ ਆਦਿ ਨਾਮ ਪ੍ਰਮੁੱਖ ਹਨ।
8 ਮਾਰਚ ਨੂੰ ਪੂਰੀ ਦੁਨੀਆ ਵਿੱਚ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਜਾਂਦਾ ਹੈ। ਇਸ ਦੌਰਾਨ ਅਜਿਹੀਆਂ ਔਰਤਾਂ ਨੂੰ ਦੁਨੀਆ ਭਰ ਵਿੱਚ ਯਾਦ ਕੀਤਾ ਜਾਂਦਾ ਹੈ, ਜਿਨ੍ਹਾਂ ਨੇ ਸ਼ਾਨਦਾਰ ਕੰਮ ਕੀਤਾ ਹੈ, ਜਾਂ ਆਪਣੀ ਕਾਬਲੀਅਤ ਦੇ ਦਮ ਤੇ ਦੁਨੀਆ ਭਰ ਵਿੱਚ ਆਪਣੀ ਪਛਾਣ ਬਣਾਈ ਹੈ।
ਸਿੱਖ ਇਤਿਹਾਸ ਵਿਚ ਬੀਬੀਆਂ ਦੁਆਰਾ ਇਨਕਲਾਬੀ ਤਬਦੀਲੀ ਲਿਆਉਣ ਅਤੇ ਲੀਡਰਸ਼ਿਪ ਦੀਆਂ ਭੂਮਿਕਾਵਾ ਨਿਭਾਉਣ ਦਾ ਲੰਮਾ ਇਤਿਹਾਸ ਹੈ। ਸਿੱਖੀ ਪਹਿਲਾ ਅਜਿਹਾ ਧਰਮ ਹੈ ਜਿਸ ਵਿਚ ਔਰਤਾਂ ਅਤੇ ਮਰਦਾਂ ਨੂੰ ਬਰਾਬਰ ਸਥਾਨ ਦਿੱਤਾ ਗਿਆ ਹੈ। ਇਹਨਾਂ ਸਿੱਖ ਬੀਬੀਆਂ ਵਿੱਚ ਮਾਤਾ ਖੀਵੀ ਜੀ (ਜਿਹਨਾਂ ਨੂੰ ਲੰਗਰ ਪ੍ਰਥਾ ਦੀ ਸਿਰਜਣਹਾਰੀ ਕਿਹਾ ਜਾਂਦਾ ਹੈ), ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਪਤਨੀ ਮਾਤਾ ਸੁੰਦਰੀ ਜੀ ਅਤੇ ਖਿਦਰਾਣੇ ਦੀ ਧਰਤੀ ਵਿਖੇ ਜੰਗ ਦੇ ਮੈਦਾਨ ਵਿਚ ਦੁਸ਼ਮਣ ਦੀਆਂ ਫ਼ੌਜਾਂ ਦਾ ਮੁਕਾਬਲਾਕਰਨ ਵਾਲੀ ਮਾਈ ਭਾਗੋ ਜੀ ਦੇ ਨਾਮ ਸਭਤੋਂ ਉੱਪਰ ਹਨ।
ਆਸ਼ਾ ਰਾਣੀ
-
International2 months ago
ਇਜ਼ਰਾਈਲ ਨੇ ਜੰਗਬੰਦੀ ਸਮਝੌਤੇ ਤਹਿਤ 90 ਫ਼ਲਸਤੀਨੀ ਕੈਦੀਆਂ ਨੂੰ ਕੀਤਾ ਰਿਹਾਅ
-
International1 month ago
ਐਲ ਪੀ ਜੀ ਗੈਸ ਨਾਲ ਭਰੇ ਟੈਂਕਰ ਵਿੱਚ ਧਮਾਕੇ ਦੌਰਾਨ 6 ਵਿਅਕਤੀਆਂ ਦੀ ਮੌਤ
-
International1 month ago
ਮੁੰਬਈ ਹਮਲੇ ਦੇ ਦੋਸ਼ੀ ਤਹੱਵੁਰ ਰਾਣਾ ਦੀ ਭਾਰਤ ਹਵਾਲਗੀ ਦੀ ਮਿਲੀ ਮਨਜ਼ੂਰੀ
-
International1 month ago
ਇੰਡੋਨੇਸ਼ੀਆ ਵਿੱਚ ਲੱਗੇ ਭੂਚਾਲ ਦੇ ਝਟਕੇ
-
National2 months ago
ਕੇਜਰੀਵਾਲ ਵੱਲੋਂ ਮੱਧ ਵਰਗ ਲਈ 7 ਨੁਕਤਿਆਂ ਵਾਲਾ ਚੋਣ ਮੈਨੀਫੈਸਟੋ ਜਾਰੀ
-
Mohali2 months ago
ਯੂਥ ਆਫ ਪੰਜਾਬ ਵਲੋਂ ਲੋੜਵੰਦ ਲੜਕੀਆਂ ਦੇ ਵਿਆਹ ਕਰਵਾਉਣ ਦਾ ਐਲਾਨ
-
International1 month ago
ਅਮਰੀਕਾ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 6 ਵਿਅਕਤੀਆਂ ਦੀ ਮੌਤ
-
International1 month ago
ਉੱਤਰੀ ਸੀਰੀਆ ਵਿੱਚ ਕਾਰ ਵਿੱਚ ਬੰਬ ਧਮਾਕਾ ਹੋਣ ਕਾਰਨ 15 ਵਿਅਕਤੀਆਂ ਦੀ ਮੌਤ