Editorial
ਬਦਹਾਲ ਟ੍ਰੈਫਿਕ ਵਿਵਸਥਾ ਵਿੱਚ ਸੁਧਾਰ ਲਈ ਆਟੋ ਰਿਕਸ਼ਿਆਂ ਵਾਸਤੇ ਵੱਖਰੀ ਲੇਨ ਬਣਾਏ ਪ੍ਰਸ਼ਾਸ਼ਨ
ਸਾਡੇ ਸ਼ਹਿਰ ਨੂੰ ਭਾਵੇ ਇੱਕ ਅੰਤਰਰਾਸ਼ਟਰੀ ਪੱਧਰ ਦੇ ਅਤਿਆਧੁਨਿਕ ਸ਼ਹਿਰ ਦਾ ਦਰਜਾ ਹਾਸਿਲ ਹੈ ਅਤੇ ਪੰਜਾਬ ਸਰਕਾਰ ਦੇ ਦਾਅਵਿਆਂ ਵਿੱਚ ਇੱਥੋਂ ਦੇ ਵਸਨੀਕਾਂ ਨੂੰ ਵਿਸ਼ਵਪੱਧਰੀ ਸੁਵਿਧਾਵਾਂ ਮੁਹਈਆ ਕਰਵਾਈਆਂ ਜਾਂਦੀਆਂ ਹਨ ਪਰੰਤੂ ਜਮੀਨੀ ਹਾਲਾਤ ਇਹ ਹਨ ਕਿ ਸ਼ਹਿਰ ਵਾਸੀਆਂ ਨੂੰ ਬੁਨਿਆਦੀ ਸੁਵਿਧਾਵਾਂ ਤਕ ਨਹੀਂ ਮਿਲਦੀਆਂ ਅਤੇ ਉਹਨਾਂ ਨੂੰ ਬੁਰੀ ਤਰ੍ਹਾਂ ਤੰਗ ਪਰੇਸ਼ਾਨ ਹੋਣਾ ਪੈਂਦਾ ਹੈ। ਸ਼ਹਿਰ ਦੀ ਟ੍ਰੈਫਿਕ ਵਿਵਸਥਾ ਦੀ ਬਦਹਾਲੀ ਦੀ ਸਮੱਸਿਆ ਵੀ ਅਜਿਹੀ ਹੈ ਜਿਹੜੀ ਹਰੇਕ ਸ਼ਹਿਰੀ ਨੂੰ ਪ੍ਰਭਾਵਿਤ ਕਰਦੀ ਹੈ ਅਤੇ ਸ਼ਹਿਰ ਵਾਸੀ ਆਮ ਗੱਲਬਾਤ ਦੌਰਾਨ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਦੀ ਬਦਹਾਲੀ ਦੀ ਸ਼ਿਕਾਇਤ ਵੀ ਕਰਦੇ ਹਨ।
ਸ਼ਹਿਰ ਵਿਚਲੀ ਟ੍ਰੈਫਿਕ ਵਿਵਸਥਾ ਦੀ ਬਦਹਾਲੀ ਬਾਰੇ ਸ਼ਹਿਰ ਦੇ ਕਿਸੇ ਵੀ ਵਸਨੀਕ ਨਾਲ ਗੱਲ ਕਰ ਲਉ, ਲੋਕ ਇਹ ਗੱਲ ਪੁਖਤਾ ਢੰਗ ਨਾਲ ਕਹਿੰਦੇ ਹਨ ਕਿ ਸ਼ਹਿਰ ਦੀ ਲਗਾਤਾਰ ਵੱਧਦੀ ਜਾ ਰਹੀ ਟ੍ਰੈਫਿਕ ਦੀ ਸਮੱਸਿਆ ਦਾ ਮੁੱਖ ਕਾਰਨ ਸ਼ਹਿਰ ਵਿੱਚ ਸਵਾਰੀ ਸਿਸਟਮ ਦੇ ਆਧਾਰ ਤੇ ਚਲਣ ਵਾਲੇ ਇਹ ਆਟੋ ਰਿਕਸ਼ੇ ਹੀ ਹਨ ਜਿਹਨਾਂ ਦੇ ਚਾਲਕਾਂ ਵਲੋਂ ਇੱਕ ਦੂਜੇ ਤੋਂ ਅੱਗੇ ਵੱਧ ਕੇ ਅਤੇ ਵੱਧ ਤੋਂ ਵੱਧ ਸਵਾਰੀਆਂ ਬਿਠਾਉਣ ਦੀ ਹੋੜ ਵਿੱਚ ਟ੍ਰੈਫਿਕ ਨਿਯਮਾਂ ਦੀ ਖੁੱਲੀ ਉਲੰਘਣਾ ਕੀਤੀ ਜਾਂਦੀ ਹੈ। ਸ਼ਹਿਰ ਵਾਸੀ ਇਹ ਵੀ ਕਹਿੰਦੇ ਹਨ ਕਿ ਜਦੋਂ ਤਕ ਸ਼ਹਿਰ ਦੀਆਂ ਸੜਕਾਂ ਤੇ ਚਲਦੇ ਆਟੋ ਰਿਕਸ਼ਿਆਂ ਦੀ ਲਗਾਤਾਰ ਵੱਧਦੀ ਭੀੜ ਤੇ ਕਾਬੂ ਨਹੀਂ ਕੀਤਾ ਜਾਂਦਾ, ਟ੍ਰੈਫਿਕ ਸਮੱਸਿਆ ਦਾ ਹਲ ਨਹੀਂ ਹੋ ਸਕਦਾ। ਇਸ ਪੱਖੋਂ ਲੋਕਾਂ ਵਿੱਚ ਟ੍ਰੈਫਿਕ ਪੁਲੀਸ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਖਿਲਾਫ ਵੀ ਨਾਰਾਜਗੀ ਦਿਖਦੀ ਹੈ ਅਤੇ ਲੋਕ ਅਕਸਰ ਇਲਜਾਮ ਲਗਾਉਂਦੇ ਹਨ ਕਿ ਟ੍ਰੈਫਿਕ ਪੁਲੀਸ ਵਲੋਂ ਆਟੋ ਰਿਕਸ਼ਾ ਚਾਲਕਾਂ ਦੀਆਂ ਆਪਹੁਦਰੀਆਂ ਨੂੰ ਪੂਰੀ ਤਰ੍ਹਾਂ ਨਜਰਅੰਦਾਜ ਕਰ ਦਿੱਤਾ ਜਾਂਦਾ ਹੈ ਜਿਸ ਕਾਰਨ ਇਹ ਸਮੱਸਿਆ ਲਗਾਤਾਰ ਵੱਧ ਰਹੀ ਹੈ।
ਇਸ ਸੰਬੰਧੀ ਸ਼ਹਿਰ ਵਾਸੀ ਆਮ ਗੱਲਬਾਤ ਦੌਰਾਨ ਅਕਸਰ ਇਹ ਗੱਲ ਕਹਿੰਦੇ ਹਨ ਕਿ ਸ਼ਹਿਰ ਵਿੱਚ ਸਵਾਰੀ ਸਿਸਟਮ ਦੇ ਆਧਾਰ ਤੇ ਚੱਲਣ ਵਾਲੇ ਆਟੋ ਰਿਕਸ਼ਿਆਂ ਦੇ ਜਿਆਦਾਤਰ ਚਾਲਕ ਅਜਿਹੇ ਹਨ ਜਿਹਨਾਂ ਕੋਲ ਨਾ ਤਾਂ ਲਾਈਸੰਸ ਹੁੰਦਾ ਹੈ ਅਤੇ ਨਾ ਹੀ ਉਹਨਾਂ ਨੂੰ ਆਟੋ ਰਿਕਸ਼ਾ ਚਲਾਉਣ ਦਾ ਕੋਈ ਤਜਰਬਾ ਹੁੰਦਾ ਹੈ। ਇਹ ਆਟੋ ਚਾਲਕ (ਜਿਹਨਾਂ ਵਿੱਚੋਂ ਜਿਆਦਾਤਰ ਪ੍ਰਵਾਸੀ ਹੁੰਦੇ ਹਨ) ਆਪਣੇ ਕਿਸੇ ਰਿਸ਼ਤੇਦਾਰ ਜਾਂ ਜਾਣ ਪਹਿਚਾਣ ਵਾਲੇ ਆਟੋ ਚਾਲਕ ਨਾਲ ਦੋ ਚਾਰ ਦਿਨ ਘੁੰਮ ਕੇ ਆਟੋ ਚਲਾਉਣਾ ਸਿੱਖ ਲੈਂਦੇ ਹਨ ਅਤੇ ਫਿਰ ਕਿਰਾਏ ਤੇ ਆਟੋ ਲੈ ਕੇ ਸ਼ਹਿਰ ਦੀਆਂ ਸੜਕਾਂ ਤੇ ਖੜਦੂੰਗ ਪਾਉਣ ਲੱਗ ਜਾਂਦੇ ਹਨ ਅਤੇ ਵੇਖਿਆ ਜਾਵੇ ਤਾਂ ਸ਼ਹਿਰ ਵਾਸੀਆਂ ਦੀ ਇਹ ਗੱਲ ਕਾਫੀ ਹੱਦ ਤਕ ਜਾਇਜ਼ ਵੀ ਹੈ।
ਸਥਾਨਕ ਪ੍ਰਸ਼ਾਸ਼ਨ ਵਲੋਂ ਸ਼ਹਿਰ ਵਿੱਚ ਜਨਤਕ ਆਵਾਜਾਈ ਦਾ ਕੋਈ ਪ੍ਰਬੰਧ ਨਾ ਕੀਤੇ ਜਾਣ ਕਾਰਨ ਸ਼ਹਿਰ ਵਿੱਚ ਚਲਦੇ ਇਹ ਆਟੋ ਰਿਕਸ਼ੇ ਆਮ ਲੋਕਾਂ ਨੂੰ ਇੱਕ ਥਾਂ ਤੋਂ ਦੂਜੀ ਥਾਂ ਤਕ ਲਿਜਾਣ ਦਾ ਇੱਕੋਂ ਇੱਕ ਜਰੀਆ ਹਨ ਅਤੇ ਸ਼ਾਇਦ ਇਹ ਵੀ ਇੱਕ ਕਾਰਨ ਹੈ ਕਿ ਸਥਾਨਕ ਪ੍ਰਸ਼ਾਸ਼ਨ ਟ੍ਰੈਫਿਕ ਨਿਯਮਾਂ ਦੀ ਸ਼ਰੇਆਮ ਉਲੰਘਣਾ ਕਰਨ ਵਾਲੇ ਇਹਨਾਂ ਆਟੋ ਰਿਕਸ਼ਿਆਂ ਦੇ ਚਾਲਕਾਂ ਵਿਰੁੱਧ ਕੋਈ ਸਖਤ ਕਾਰਵਾਈ ਤੋਂ ਪਰਹੇਜ ਕਰਦਾ ਹੈ। ਪਰੰਤੂ ਇਸਦੀ ਸਜਾ ਸ਼ਹਿਰ ਦੇ ਉਹਨਾਂ ਲੋਕਾਂ ਨੂੰ ਬਿਲਕੁਲ ਨਹੀਂ ਦਿੱਤੀ ਜਾ ਸਕਦੀ ਜਿਹੜੇ ਆਪਣੇ ਨਿੱਜੀ ਵਾਹਨਾਂ ਦੀ ਵਰਤੋਂ ਕਰਦੇ ਹਨ।
ਮੌਜੂਦਾ ਹਾਲਾਤ ਇਹ ਹਨ ਕਿ ਇਹ ਆਟੋ ਰਿਕਸ਼ੇ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਦੀ ਬਦਹਾਲੀ ਦਾ ਸਭਤੋਂ ਵੱਡਾ ਕਾਰਨ ਬਣੇ ਹੋਏ ਹਨ। ਸ਼ਹਿਰ ਦੀਆਂ ਸੜਕਾਂ ਤੇ ਚਲਣ ਵਾਲੇ ਇਹਨਾਂ ਆਟੋ ਰਿਕਸ਼ਿਆਂ ਦੀ ਗਿਣਤੀ ਇੰਨੀ ਜਿਆਦਾ ਵੱਧ ਚੁੱਕੀ ਹੈ ਕਿ ਸੜਕ ਤੇ ਹਰ ਵੇਲੇ ਆਟੋ ਵਾਲਿਆਂ ਦੀ ਹੀ ਭੀੜ ਦਿਸਦੀ ਹੈ ਅਤੇ ਆਮ ਵਾਹਨ ਚਾਲਕਾਂ ਲਈ ਸ਼ਹਿਰ ਦੀਆਂ ਸੜਕਾਂ ਤੇ ਆਪਣਾ ਵਾਹਨ ਚਲਾਉਣਾ ਤਕ ਔਖਾ ਹੋ ਗਿਆ ਹੈ। ਟੈ੍ਰਫਿਕ ਵਿਵਸਥਾ ਦੀ ਇਸ ਬਦਹਾਲੀ ਦੇ ਹਲ ਲਈ ਜਰੂਰੀ ਹੈ ਕਿ ਪ੍ਰਸ਼ਾਸ਼ਨ ਵਲੋਂ ਸ਼ਹਿਰ ਦੀਆਂ ਸੜਕਾਂ ਦੇ ਕਿਨਾਰੇ ਤੇ ਦੋਵੇਂ ਪਾਸੇ ਆਟੋ ਰਿਕਸ਼ਿਆਂ ਲਈ ਵੱਖਰੀ ਸਲਿਪ ਰੋਡ ਬਣਾਈ ਜਾਵੇ ਅਤੇ ਇਹਨਾਂ ਆਟੋ ਚਾਲਕਾਂ ਲਈ ਇਹ ਜਰੂਰੀ ਕੀਤਾ ਜਾਵੇ ਕਿ ਉਹ ਆਪਣਾ ਵਾਹਨ ਇਸ ਸਲਿਪ ਰੋਡ ਤੇ ਹੀ ਚਲਾਉਣ ਤਾਂ ਜੋ ਉਹਨਾਂ ਕਾਰਨ ਸ਼ਹਿਰ ਦੀਆਂ ਮੁੱਖ ਸੜਕਾਂ ਦੀ ਆਵਾਜਾਈ ਪ੍ਰਭਾਵਿਤ ਨਾ ਹੋਵੇ।
ਸਥਾਨਕ ਪ੍ਰਸ਼ਾਸ਼ਨ ਦੀ ਜਿੰਮੇਵਾਰੀ ਬਣਦੀ ਹੈ ਕਿ ਉਹ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਦੀ ਬਦਹਾਲੀ ਵਿੱਚ ਸੁਧਾਰ ਕਰਨ ਲਈ ਲੋੜੀਂਦੇ ਕਦਮ ਚੁੱਕੇ ਅਤੇ ਇਸ ਲਈ ਸ਼ਹਿਰ ਦੀਆਂ ਤਮਾਮ ਮੁੱਖ ਸੜਕਾਂ ਦੇ ਕਿਨਾਰੇ ਇਹਨਾਂ ਆਟੋ ਰਿਕਸ਼ਿਆਂ ਜਾਂ ਜਨਤਕ ਆਵਾਜਾਈ ਲਈ ਵਰਤੋਂ ਵਿੱਚ ਆਉਣ ਵਾਲੇ ਹੋਰਨਾਂ ਵਾਹਨਾਂ ਲਈ ਵੱਖਰੀ ਲੇਨ ਦਾ ਪ੍ਰਬੰਧ ਕਰਕੇ ਇਸ ਗੱਲ ਨੂੰ ਯਕੀਨੀ ਕਰੇ ਕਿ ਇਹ ਆਟੋ ਰਿਕਸ਼ੇ ਵੱਖਰੀ ਲੇਨ ਵਿੱਚ ਹੀ ਚਲਣ ਤਾਂ ਜੋ ਇਹਨਾਂ ਵਾਹਨਾਂ ਦੇ ਚਾਲਕਾਂ ਵਲੋਂ ਸੜਕਾਂ ਤੇ ਕੀਤੀਆਂ ਜਾਂਦੀਆਂ ਆਪਹੁਦਰੀਆਂ ਕਾਰਣ ਆਮ ਲੋਕਾਂ ਨੂੰ ਪਰੇਸ਼ਾਨੀ ਦਾ ਸਾਮ੍ਹਣਾ ਨਾ ਕਰਨਾ ਪਵੇ।
Editorial
ਮਸਾਲੇ ਵਾਲੇ ਫਲਾਂ ਅਤੇ ਕੈਮੀਕਲ ਵਾਲੀਆਂ ਸਬਜੀਆਂ ਦੀ ਵਿਕਰੀ ਤੇ ਸਖਤੀ ਨਾਲ ਰੋਕ ਲਗਾਏ ਪ੍ਰਸ਼ਾਸਨ
ਸਬਜੀਆਂ ਅਤੇ ਫਲ ਹਰ ਘਰ ਦੀ ਲੋੜ ਹਨ ਅਤੇ ਹਰ ਵਿਅਕਤੀ ਆਪਣੇ ਘਰ ਪਰਿਵਾਰ ਲਈ ਫਲਾਂ ਅਤੇ ਸਬਜੀਆਂ ਦੀ ਖਰੀਦ ਕਰਦਾ ਹੈ ਪਰੰਤੂ ਬਾਜਾਰ ਵਿੱਚ ਅੱਜਕੱਲ ਜਿਹੜੇ ਫਲ ਅਤੇ ਸਬਜੀਆਂ ਵਿਕ ਰਹੇ ਹਨ ਉਹਨਾਂ ਬਾਰੇ ਇਹ ਗੱਲ ਆਮ ਆਖੀ ਜਾਂਦੀ ਹੈ ਕਿ ਇਹਨਾਂ ਫਲਾਂ ਅਤੇ ਸਬਜੀਆਂ ਵਿੱਚੋਂ ਜਿਆਦਾਤਰ ਨੂੰ ਮਨੁੱਖੀ ਸਿਹਤ ਲਈ ਨੁਕਸਾਨਦਾਇਕ ਕੈਮੀਕਲਾਂ ਦੀ ਮਦਦ ਨਾਲ ਪਕਾਇਆ ਅਤੇ ਵੱਡਾ ਕੀਤਾ ਜਾਂਦਾ ਹੈ। ਅਜਿਹਾ ਆਮ ਕਿਹਾ ਜਾਂਦਾ ਹੈ ਕਿ ਕੱਦੂ ਦੀ ਵੇਲ ਅਤੇ ਹੋਰਨਾਂ ਸਬਜੀਆਂ ਦੀਆਂ ਜੜ੍ਹਾਂ ਵਿਚ ਮੱਝਾਂ ਨੂੰ ਧਾਰ ਚੋਣ ਵੇਲੇ ਲਗਾਇਆ ਜਾਣ ਵਾਲਾ ਹਾਰਮੋਨ ਦਾ ਟੀਕਾ ਲਗਾਇਆ ਜਾਂਦਾ ਹੈ ਜਿਸ ਨਾਲ ਇਹਨਾਂ ਸਬਜੀਆਂ ਦਾ ਆਕਾਰ ਰਾਤੋ ਰਾਤ ਬਹੁਤ ਵੱਡਾ ਹੋ ਜਾਂਦਾ ਹੈ।
ਬਾਜਾਰ ਵਿੱਚ ਵਿਕਦੇ ਫਲਾਂ ਨੂੰ ਵੀ ਵੱਖ ਵੱਖ ਕੈਮੀਕਲਾਂ ਦੀ ਵਰਤੋਂ ਕਰਕੇ ਪਕਾਉਣ ਅਤੇ ਚਮਕਦਾਰ ਬਣਾਉਣ ਦੀ ਗੱਲ ਅਕਸਰ ਸਾਮ੍ਹਣੇ ਆਉਂਦੀ ਹੈ। ਮਸਾਲਿਆਂ ਨਾਲ ਪਕਾ ਕੇ ਵੇਚੇ ਜਾ ਰਹੇ ਫਲ ਹੋਣ ਜਾਂ ਟੀਕੇ ਲਗਾ ਕੇ ਵੱਡੀਆਂ ਕੀਤੀਆਂ ਸਬਜੀਆਂ, ਇਹ ਸਾਰੇ ਹੀ ਇਹਨਾਂ ਕੈਮੀਕਲਾਂ ਦੇ ਅਸਰ ਕਾਰਨ ਜਹਿਰ ਵਰਗੀਆਂ ਹੀ ਹੋ ਜਾਂਦੀਆਂ ਹਨ। ਇਹਨਾਂ ਕਾਰਨ ਮਨੁੱਖੀ ਸਿਹਤ ਨੂੰ ਭਾਰੀ ਨੁਕਸਾਨ ਪਹੁੰਚਦਾ ਹੈ ਅਤੇ ਆਮ ਲੋਕ ਜਿਹੜੇ ਇਹਨਾਂ ਫਲਾਂ ਨੂੰ ਇਹ ਸੋਚ ਕੇ ਖਰੀਦਦੇ ਹਨ ਕਿ ਇਹ ਉਹਨਾਂ ਦੀ ਸਿਹਤ ਲਈ ਲਾਭਦਾਇਕ ਹਨ, ਉਹ ਉਲਟਾ ਆਪਣੇ ਅਤੇ ਆਪਣੇ ਪਰਿਵਾਰ ਲਈ ਹਲਕਾ ਜਹਿਰ ਖਰੀਦ ਰਹੇ ਹੁੰਦੇ ਹਨ।
ਕਿਸਾਨਾਂ ਵਲੋਂ ਸਬਜੀਆਂ ਅਤੇ ਫਲਾਂ ਉੱਪਰ ਕੀੜੇਮਾਰ ਦਵਾਈਆਂ ਦਾ ਭਾਰੀ ਛਿੜਕਾਅ ਕੀਤਾ ਜਾਂਦਾ ਹੈ ਜਿਸ ਕਾਰਨ ਇਹ ਸਬਜੀਆਂ ਅਤੇ ਫਲ ਪਹਿਲਾਂ ਹੀ ਕੀਟਨਾਸ਼ਕਾਂ ਦੇ ਜਹਿਰ ਦੇ ਅਸਰ ਹੇਠ ਆ ਜਾਂਦੇ ਹਨ ਅਤੇ ਬਾਕੀ ਦੀ ਕਸਰ ਇਹਨਾਂ ਸਬਜੀਆਂ ਅਤੇ ਫਲਾਂ ਦੇ ਵਪਾਰੀ (ਅਤੇ ਦੁਕਾਨਦਾਰ) ਪੂਰੀ ਕਰ ਦਿੰਦੇ ਹਨ, ਜੋ ਕੱਚੇ ਫਲਾਂ ਅਤੇ ਕੱਚੀਆਂ ਸਬਜੀਆਂ ਨੂੰ ਕੈਮੀਕਲਾਂ, ਰਸਾਇਣਾਂ, ਮਸਾਲਿਆਂ ਨਾਲ ਪਕਾ ਕੇ ਵੇਚਦੇ ਹਨ ਅਤੇ ਆਮ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਦੇ ਹਨ। ਸਬਜੀਆਂ ਅਤੇ ਫਲ ਵੇਚਣ ਵਾਲੇ ਦੁਕਾਨਦਾਰਾਂ ਵਲੋਂ ਆਪਣੀਆਂ ਸਬਜੀਆਂ ਅਤੇ ਫਲਾਂ ਨੂੰ ਚਮਕਦਾਰ ਬਣਾਉਣ ਅਤੇ ਕੱਚੇ ਫਲਾਂ ਨੂੰ ਪਕਾਉਣ ਲਈ ਖੁੱਲੇਆਮ ਕਈ ਤਰ੍ਹਾਂ ਦੇ ਮਸਾਲਿਆਂ ਅਤੇ ਰਸਾਇਣਾਂ ਦੀ ਵਰਤੋ ਕੀਤੀ ਜਾਂਦੀ ਹੈ, ਜੋ ਕਿ ਮਨੁੱਖੀ ਸਿਹਤ ਲਈ ਹਾਨੀਕਾਰਕ ਹੁੰਦੇ ਹਨ।
ਫਲ ਅਤੇ ਸਬਜੀਆਂ ਵੇਚਣ ਵਾਲੇ ਦੁਕਾਨਦਾਰ ਇਹ ਲੋਕ ਕੈਮੀਕਲਾਂ ਨਾਲ ਤਿਆਰ ਕੀਤੀਆਂ ਸਬਜੀਆਂ ਅਤੇ ਫਲਾਂ ਨੂੰ ਬਾਜਾਰ ਵਿੱਚ ਵੇਚ ਕੇ ਖੁਦ ਤਾਂ ਭਾਰੀ ਮੁਨਾਫਾ ਕਮਾਉਂਦੇ ਹਨ ਪਰੰਤੂ ਜਿਹੜੇ ਲੋਕ ਅਜਿਹੀਆਂ ਸਬਜੀਆਂ ਖਰੀਦ ਕੇ ਖਾਂਦੇ ਹਨ ਉਹਨਾਂ ਦੀ ਸਿਹਤ ਨੂੰ ਭਾਰੀ ਨੁਕਸਾਨ ਪਹੁੰਚਦਾ ਹੈ। ਇਸ ਸੰਬੰਧੀ ਗੱਲ ਕਰਨ ਤੇ ਖੇਤੀ ਮਾਹਿਰ ਸਲਾਹ ਦਿੰਦੇ ਹਨ ਕਿ ਆਮ ਲੋਕਾਂ ਨੂੰ ਸਿਰਫ ਉਹ ਸਬਜੀ ਖਾਣੀ ਚਾਹੀਦੀ ਹੈ, ਜਿਸ ਨੂੰ ਕੀੜਾ ਲਗਿਆ ਹੋਵੇ, ਕਿਉਂਕਿ ਕੀੜਾ ਉਸੇ ਸਬਜੀ ਨੂੰ ਲੱਗਦਾ ਹੈ ਜਿਸਤੇ ਕੀਟ ਨਾਸ਼ਕਾਂ ਦਾ ਅਸਰ ਬਹੁਤ ਘੱਟ ਹੋਵੇ। ਉਹਨਾਂ ਦੇ ਕਹਿਣ ਦਾ ਭਾਵ ਇਹ ਹੁੰਦਾ ਹੈ ਕਿ ਜਿਸ ਸਬਜੀ ਨੂੰ ਕੀੜੇ ਖਾ ਸਕਦੇ ਹਨ, ਉਸਨੂੰ ਮਨੁੱਖ ਵੀ ਖਾ ਸਕਦਾ ਹੈ।
ਤਰਾਸਦੀ ਇਹ ਹੈ ਕਿ ਪ੍ਰਸ਼ਾਸ਼ਨ ਨੂੰ ਇਸ ਸਾਰੇ ਕੁੱਝ ਦੀ ਪੂਰੀ ਜਾਣਕਾਰੀ ਹੋਣ ਦੇ ਬਾਵਜੂਦ, ਟੀਕੇ ਲਗਾ ਕੇ ਤਿਆਰ ਕੀਤੀਆਂ ਸਬਜੀਆਂ ਬਾਜਾਰ ਵਿੱਚ ਸ਼ਰੇਆਮ ਵੇਚੀਆਂ ਜਾਂਦੀਆਂ ਹਨ ਪਰੰਤੂ ਖੁਰਾਕ ਸੁਰਖਿਆ ਵਿਭਾਗ (ਜਿਸ ਉੱਪਰ ਅਜਿਹੀਆਂ ਵਸਤਾਂ ਦੀ ਵਿਕਰੀ ਤੇ ਰੋਕ ਲਗਾਉਣ ਦੀ ਜਿੰਮੇਵਾਰੀ ਹੈ) ਵਲੋਂ ਅਜਿਹੀਆਂ ਸਬਜੀਆਂ ਦੀ ਵਿਕਰੀ ਤੇ ਰੋਕ ਲਗਾਉਣ ਲਈ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਇਸ ਸੰਬੰਧੀ ਲੋਕਾਂ ਵਿੱਚ ਹੁੰਦੀ ਆਮ ਚਰਚਾ ਦੇ ਬਾਵਜੂਦ ਅਜਿਹੇ ਸਬਜੀ ੳਤਪਾਦਕਾਂ ਅਤੇ ਫਲ ਵੇਚਣ ਵਾਲਿਆਂ ਦੇ ਖਿਲਾਫ ਕੋਈ ਕਾਰਵਾਈ ਨਹੀਂ ਹੁੰਦੀ ਅਤੇ ਉਹ ਆਪਣੀਆਂ ਕਾਰਵਾਈਆਂ ਨੂੰ ਸ਼ਰੇਆਮ ਅੰਜਾਮ ਦਿੰਦੇ ਰਹਿੰਦੇ ਹਨ। ਇਹ ਵੀ ਕਿਹਾ ਜਾ ਸਕਦਾ ਹੈ ਕਿ ਸਾਡੇ ਦੇਸ਼ ਦਾ ਸਿਸਟਮ ਹੀ ਕੁੱਝ ਅਜਿਹਾ ਬਣ ਗਿਆ ਹੈ ਕਿ ਇੱਥੇ ਹਰ ਵਿਅਕਤੀ ਨੂੰ ਇਹ ਜਾਣਕਾਰੀ ਹੁੰਦੀ ਹੈ ਕਿ ਕੁੱਝ ਲੋਕਾਂ ਵਲੋਂ ਆਪਣੇ ਨਿੱਜੀ ਫਾਇਦੇ ਲਈ ਹੋਰਨਾਂ ਲੋਕਾਂ ਦੀਆਂ ਜਿੰਦਗੀਆਂ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ ਪਰੰਤੂ ਪ੍ਰਸ਼ਾਸ਼ਨ ਪੂਰੀ ਤਰ੍ਹਾਂ ਅੰਨਾ ਬੋਲਾ ਬਣਿਆ ਰਹਿੰਦਾ ਹੈ ਅਤੇ ਅਜਿਹੀਆਂ ਕਾਰਵਾਈਆਂ ਲਗਾਤਾਰ ਜਾਰੀ ਰਹਿੰਦੀਆਂ ਹਨ।
ਸਥਾਨਕ ਪ੍ਰਸ਼ਾਸ਼ਨ ਦੀ ਜਿੰਮੇਵਾਰੀ ਬਣਦੀ ਹੈ ਕਿ ਉਹ ਆਮ ਲੋਕਾਂ ਨੂੰ ਫਲਾਂ ਅਤੇ ਸਬਜੀਆਂ ਦੇ ਰੂਪ ਵਿੱਚ ਵੇਚੇ ਜਾ ਰਹੇ ਇਸ ਜਹਿਰ ਦੀ ਵਿਕਰੀ ਤੇ ਕਾਬੂ ਕਰਨ ਲਈ ਸਖਤ ਕਦਮ ਚੁੱਕੇ ਅਤੇ ਬਾਜਾਰ ਵਿੱਚ ਮਸਾਲਿਆਂ, ਕੈਮੀਕਲਾਂ ਨਾਲ ਪਕਾਏ ਹੋਏ ਫਲਾਂ ਅਤੇ ਸਬਜੀਆਂ ਦੀ ਵਿਕਰੀ ਤੇ ਪੂਰੀ ਤਰ੍ਹਾਂ ਰੋਕ ਲਗਾਈ ਜਾਵੇ। ਜਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਚਾਹੀਦਾ ਹੈ ਕਿ ਉਹ ਖੁਦ ਇਸ ਪਾਸੇ ਧਿਆਨ ਦੇਣ ਅਤੇ ਇਸ ਸੰਬੰਧੀ ਜਿੰਮੇਵਾਰ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕਰਕੇ ਬਣਦੀ ਕਾਰਵਾਈ ਨੂੰ ਯਕੀਨੀ ਬਣਾਉਣ ਤਾਂ ਜੋ ਆਮ ਲੋਕਾਂ ਦੀ ਸਿਹਤ ਨਾਲ ਖਿਲਵਾੜ ਦੀ ਇਸ ਕਾਰਵਾਈ ਤੇ ਮੁਕੰਮਲ ਰੋਕ ਲੱਗੇ।
Editorial
ਮੁੱਖ ਚੋਣ ਕਮਿਸ਼ਨਰ ਦੀ ਨਿਰਪੱਖਤਾ ਤੇ ਉਠਦੇ ਸਵਾਲ
ਭਾਰਤ ਦੇ ਮੁੱਖ ਚੋਣ ਕਮਿਸ਼ਨਰ ਬਾਰੇ ਅੱਜ ਕੱਲ ਵਿਰੋਧੀ ਪਾਰਟੀਆਂ ਦੇ ਆਗੂਆਂ ਵੱਲੋਂ ਬਹੁਤ ਕੁਝ ਕਿਹਾ ਜਾ ਰਿਹਾ ਹੈ ਅਤੇ ਦੋਸ਼ ਲਗਾਇਆ ਜਾ ਰਿਹਾ ਹੈ ਕਿ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਮੋਦੀ ਸਰਕਾਰ ਦੇ ਪੱਖ ਵਿੱਚ ਭੁਗਤ ਰਹੇ ਹਨ ਅਤੇ ਲਗਾਤਾਰ ਅਜਿਹੇ ਫੈਸਲੇ ਕਰ ਰਹੇ ਹਨ ਜਿਸ ਨਾਲ ਭਾਜਪਾ ਨੂੰ ਫਾਇਦਾ ਪਹੁੰਚਦਾ ਹੈ।
ਭਾਰਤ ਦੇ ਦੋ ਚੋਣ ਕਮਿਸ਼ਨਰਾਂ ਵੱਲੋਂ ਵੀ ਮੁੱਖ ਚੋਣ ਕਮਿਸ਼ਨਰ ਦੀ ਕਾਰਗੁਜਾਰੀ ਬਾਰੇ ਸਵਾਲ ਉਠਾਏ ਗਏ ਹਨ। ਇਸ ਦੌਰਾਨ ਮੁੱਖ ਚੋਣ ਕਮਿਸ਼ਨਰ ਦਾ ਮਾਮਲਾ ਸੁਪਰੀਮ ਕੋਰਟ ਵੀ ਪਹੁੰਚ ਗਿਆ ਹੈ ਅਤੇ ਸੁਪਰੀਮ ਕੋਰਟ ਨੇ ਵੀ ਕਿਹਾ ਹੈ ਕਿ ਚੋਣ ਕਮਿਸ਼ਨ ਨੇ ਜਿਹੜੇ ਫੈਸਲੇ ਸਰਬਸੰਮਤੀ ਨਾਲ ਨਹੀਂ ਕੀਤੇ, ਉਹ ਫੈਸਲੇ ਰੱਦ ਕੀਤੇ ਜਾਣਗੇ।
ਭਾਰਤ ਵਿੱਚ ਪਿਛਲੇ ਕੁਝ ਸਮੇਂ ਤੋਂ ਕਾਂਗਰਸ ਦੇ ਆਗੂ ਰਾਹੁਲ ਗਾਂਧੀ ਅਤੇ ਇੰਡੀਆ ਗਠਜੋੜ ਦੇ ਹੋਰ ਮੁੱਖ ਆਗੂਆਂ ਵੱਲੋਂ ਮੁੱਖ ਚੋਣ ਕਮਿਸ਼ਨਰ ਦੀ ਕਾਰਗੁਜਾਰੀ ਤੇ ਸਵਾਲ ਉਠਾਏ ਜਾ ਰਹੇ ਹਨ। ਰਾਹੁਲ ਗਾਂਧੀ ਅਤੇ ਹੋਰ ਆਗੂ ਤਾਂ ਵਾਰ ਵਾਰ ਦੋਸ਼ ਲਗਾ ਰਹੇ ਹਨ ਕਿ ਚੋਣ ਕਮਿਸ਼ਨ ਵੱਲੋਂ ਵੋਟਾਂ ਦੀ ਸੁਧਾਈ ਦੇ ਬਹਾਨੇ ਲੱਖਾਂ ਵੋਟਰਾਂ ਦੀਆਂ ਵੋਟਾਂ ਕੱਟ ਦਿੱਤੀਆਂ ਗਈਆਂ ਹਨ। ਕਈ ਆਗੂ ਤਾਂ ਇਹ ਵੀ ਦੋਸ਼ ਲਗਾਉਂਦੇ ਹਨ ਕਿ ਚੋਣ ਕਮਿਸ਼ਨ ਵੱਲੋਂ ਜਿਹੜੇ ਲੋਕਾਂ ਦੀਆਂ ਵੋਟਾਂ ਕੱਟੀਆਂ ਗਈਆਂ ਹਨ, ਉਹ ਭਾਜਪਾ ਵਿਰੋਧੀ ਪਾਰਟੀਆਂ ਨੂੰ ਵੋਟਾਂ ਪਾਉਂਦੇ ਸਨ, ਇਸ ਕਾਰਨ ਉਹਨਾਂ ਦੀਆਂ ਵੋਟਾਂ ਹੀ ਕੱਟ ਦਿਤੀਆਂ ਗਈਆਂ ਤਾਂ ਕਿ ਭਾਜਪਾ ਵਿਰੋਧੀ ਪਾਰਟੀਆਂ ਨੂੰ ਘੱਟ ਵੋਟਾਂ ਪੈਣ।
ਵਿਰੋਧੀ ਆਗੂ ਚੋਣ ਕਮਿਸ਼ਨ ਅਤੇ ਮੋਦੀ ਸਰਕਾਰ ਨੂੰ ਵੋਟ ਚੋਰ ਵੀ ਕਹਿ ਰਹੇ ਹਨ। ਇਸ ਤੋਂ ਇਲਾਵਾ ਵੋਟਿੰਗ ਮਸ਼ੀਨਾਂ ਬਾਰੇ ਵੀ ਵਿਰੋਧੀ ਪਾਰਟੀਆਂ ਦੇ ਆਗੂਆਂ ਵੱਲੋਂ ਲਗਾਤਾਰ ਸਵਾਲ ਉਠਾਏ ਜਾਂਦੇ ਰਹੇ ਹਨ ਅਤੇ ਮੰਗ ਕੀਤੀ ਜਾਂਦੀ ਹੈ ਕਿ ਭਾਰਤ ਵਿੱਚ ਚੋਣਾਂ ਵੋਟਿੰਗ ਮਸ਼ੀਨਾਂ ਦੀ ਥਾਂ ਬੈਲਟ ਪੇਪਰਾਂ ਨਾਲ ਕਰਵਾਈਆਂ ਜਾਣ। ਵਿਰੋਧੀ ਆਗੂ ਤਰਕ ਦਿੰਦੇ ਹਨ ਕਿ ਵਿਸ਼ਵ ਦੇ ਵਿਕਸਤ ਦੇਸ਼ਾਂ ਨੇ ਵੀ ਵੋਟਿੰਗ ਮਸ਼ੀਨਾਂ ਨੂੰ ਰੱਦ ਕਰਕੇ ਬੈਲਟ ਪੇਪਰਾਂ ਰਾਹੀਂ ਵੋਟਿੰਗ ਕਰਵਾਉਂਦੇ ਹਨ। ਇਸ ਤਰ੍ਹਾਂ ਦਾ ਸਿਸਟਮ ਭਾਰਤ ਵਿੱਚ ਵੀ ਲਾਗੂ ਕੀਤਾ ਜਾ ਸਕਦਾ ਹੈ।
ਭਾਰਤ ਵਿੱਚ ਕੁਝ ਸਾਲ ਪਹਿਲਾਂ ਵੋਟਾਂ ਬੈਲਟ ਪੇਪਰ ਰਾਹੀਂ ਹੀ ਪੈਂਦੀਆਂ ਸਨ ਪਰ ਬਾਅਦ ਵਿੱਚ ਵੋਟਿੰਗ ਮਸ਼ੀਨਾਂ ਰਾਹੀਂ ਵੋਟਾਂ ਪਵਾਈਆਂ ਜਾਣ ਲੱਗੀਆਂ। ਅਕਸਰ ਵੋਟਿੰਗ ਮਸ਼ੀਨਾਂ ਦੀ ਕਾਰਗੁਜਾਰੀ ਤੇ ਸਵਾਲ ਉਠਾਏ ਜਾਂਦੇ ਹਨ। ਹੁਣ ਤਾਂ ਚੋਣ ਕਮਿਸ਼ਨ ਤੇ ਵੋਟ ਚੋਰੀ ਅਤੇ ਵਿਰੋਧੀ ਪਾਰਟੀਆਂ ਦੇ ਸਮਰਥਕ ਵੋਟਰਾਂ ਦੀਆਂ ਵੋਟਾਂ ਕੱਟਣ ਦਾ ਵੱਡਾ ਇਲਜ਼ਾਮ ਲਾਇਆ ਜਾ ਰਿਹਾ ਹੈ। ਜਿਸ ਨੂੰ ਹਲਕੇ ਵਿੱਚ ਨਹੀਂ ਲਿਆ ਜਾ ਸਕਦਾ।
ਲੋਕਤੰਤਰ ਵਿੱਚ ਵੋਟਾਂ ਦਾ ਕੰਮ ਸਹੀ ਤਰੀਕੇ ਨਾਲ ਕਰਵਾਉਣ ਲਈ ਚੋਣ ਕਮਿਸ਼ਨ ਦਾ ਨਿਰਪੱਖ ਹੋਣਾ ਬਹੁਤ ਜ਼ਰੂਰੀ ਹੈ। ਜੇ ਚੋਣ ਕਮਿਸ਼ਨ ਹੀ ਸਰਕਾਰ ਦੇ ਪੱਖ ਵਿੱਚ ਭੁਗਤੇਗਾ ਤਾਂ ਨਿਰਪੱਖ ਚੋਣਾਂ ਹੋਣ ਦੀ ਆਸ ਮੱਧਮ ਹੋਵੇਗੀ। ਹਰ ਪਾਰਟੀ ਲਗਾਤਾਰ ਸੱਤਾ ਵਿੱਚ ਰਹਿਣ ਲਈ ਚੋਣ ਕਮਿਸ਼ਨ ਨੂੰ ਆਪਣੇ ਪੱਖ ਵਿੱਚ ਕਰਨ ਦਾ ਯਤਨ ਕਰਦੀ ਹੈ ਪਰ ਵਿਰੋਧੀ ਆਗੂ ਕਹਿ ਰਹੇ ਹਨ ਕਿ ਭਾਜਪਾ ਵੱਲੋਂ ਚੋਣ ਕਮਿਸ਼ਨ ਨੂੰ ਆਪਣਾ ਮੋਹਰਾ ਬਣਾ ਕੇ ਲਗਾਤਾਰ ਸੱਤਾ ਪ੍ਰਾਪਤ ਕੀਤੀ ਜਾ ਰਹੀ ਹੈ।
ਪੱਛਮੀ ਬੰਗਾਲ ਦੀ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ ਅਕਸਰ ਦੋਸ਼ ਲਗਾਉਂਦੀ ਹੈ ਕਿ ਵੋਟਾਂ ਦੀ ਸੁਧਾਈ ਦੇ ਬਹਾਨੇ ਪੱਛਮੀ ਬੰਗਾਲ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਹਨਾਂ ਦੀ ਪਾਰਟੀ ਦੇ ਲੱਖਾਂ ਵੋਟਰਾਂ ਦੀਆਂ ਵੋਟਾਂ ਹੀ ਕੱਟ ਦਿੱਤੀਆਂ ਗਈਆਂ, ਜਿਸ ਕਾਰਨ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਜੇਤੂ ਹੋ ਕੇ ਸਰਕਾਰ ਬਣਾਉਣ ਵਿੱਚ ਕਾਮਯਾਬ ਹੋ ਗਈ। ਮਮਤਾ ਬੈਨਰਜੀ ਨੇ ਵੀ ਬਹੁਤ ਵਾਰ ਭਾਰਤ ਦੇ ਚੋਣ ਕਮਿਸ਼ਨ ਦੀ ਕਾਰਗੁਜਾਰੀ ਤੇ ਵੱਡੇ ਸਵਾਲ ਉਠਾਏ ਹਨ।
ਚਾਹੀਦਾ ਤਾਂ ਇਹ ਹੈ ਕਿ ਭਾਰਤ ਦੇ ਚੋਣ ਕਮਿਸ਼ਨ ਦੀ ਕਾਰਗੁਜਾਰੀ ਵਿੱਚ ਸੁਧਾਰ ਲਿਆਂਦਾ ਜਾਵੇ ਤੇ ਚੋਣ ਕਮਿਸ਼ਨ ਨਿਰਪੱਖ ਤਰੀਕੇ ਨਾਲ ਹਰ ਤਰ੍ਹਾਂ ਦੀਆਂ ਚੋਣਾਂ ਕਰਵਾਏ। ਲੋਕਤੰਤਰ ਨੂੰ ਕਾਇਮ ਰੱਖਣ ਲਈ ਭਾਰਤ ਦੇ ਚੋਣ ਕਮਿਸ਼ਨ ਦਾ ਨਿਰਪੱਖ ਹੋਣਾ ਬਹੁਤ ਜ਼ਰੂਰੀ ਹੈ।
ਬਿਊਰੋ
Editorial
ਕਿਹੜੇ ਪਾਸੇ ਤੁਰ ਪਿਆ ਸਮਾਜ?
ਪਿਛਲੇ ਦਿਨੀਂ ਬਰਨਾਲਾ ਸ਼ਹਿਰ ਵਿਖੇ ਪ੍ਰਸਿੱਧ ਗਾਇਕ ‘ਬੱਬੂ ਮਾਨ’ ਦੇ ਸ਼ੋਅ ਮੌਕੇ ਇਕੱਤਰ ਹੋਈ ਭੀੜ ਏਨੀ ਜਿਆਦਾ ਉਤੇਜਿਤ ਹੋ ਗਈ ਸੀ ਕਿ ਹਾਲਾਤ ਤੇ ਕਾਬੂ ਕਰਨ ਲਈ ਪੁਲੀਸ ਨੂੰ ਲਾਠੀਚਾਰਜ ਕਰਨਾ ਪਿਆ ਸੀ ਅਤੇ ਪੁਲੀਸ ਤੇ ਪ੍ਰਸ਼ਾਸਨ ਨੇ ਬਹੁਤ ਮੁਸ਼ਕਿਲ ਨਾਲ ਸਥਿਤੀ ਤੇ ਕਾਬੂ ਪਾਇਆ ਸੀ।
ਇਸ ਦੌਰਾਨ ਨੌਜਵਾਨਾਂ ਵਿੱਚ ਹੁੰਦੇ ਆਪਸੀ ਝਗੜਿਆਂ ਦੀਆਂ ਘਟਨਾਵਾਂ ਵੀ ਲਗਾਤਾਰ ਵੱਧ ਰਹੀਆਂ ਹਨ ਅਤੇ ਇਹਨਾਂ ਝਗੜਿਆਂ ਦੌਰਾਨ ਅਕਸਰ ਨੌਜਵਾਨ ਜਖਮੀ ਵੀ ਹੁੰਦੇ ਹਨ। ਪਟਿਆਲਾ ਦੀ ਪੰਜਾਬੀ ਯੂਨੀਵਰਸਿਟੀ ਦੇ ਸਾਹਮਣੇ ਵਸੇ ਪਿੰਡਾਂ ਵਿਦਿਆ ਨਗਰ, ਪ੍ਰੋਫ਼ੈਸਰ ਕਾਲੋਨੀ ਅਤੇ ਕਰਹੇੜੀ ਵਿੱਚ ਨੌਜਵਾਨਾਂ ਦੇ ਆਪਸੀ ਝਗੜੇ ਦੀਆਂ ਘਟਨਾਵਾਂ ਆਮ ਦਿਨ ਵਾਪਰਦੀਆਂ ਹਨ ਅਤੇ ਇਹਨਾਂ ਝਗੜਿਆਂ ਵਿੱਚ ਅਕਸਰ ਨੌਜਵਾਨਾਂ ਵੱਲੋਂ ਕ੍ਰਿਪਾਨਾਂ, ਕਿਰਚਾਂ ਅਤੇ ਚਾਕੂਆਂ ਦੀ ਵਰਤੋ ਕੀਤੀ ਜਾਂਦੀ ਹੈ। ਝਗੜਾ ਕਰਨ ਵਾਲੇ ਇਹ ਹਥਿਆਰਬੰਦ ਨੌਜਵਾਨ ਪੁਲੀਸ ਦੇ ਮੌਕੇ ਤੇ ਪਹੁੰਚਣ ਤੋਂ ਪਹਿਲਾਂ ਹੀ ਗਾਇਬ ਹੋ ਜਾਂਦੇ ਹਨ ਅਤੇ ਇਹਨਾਂ ਤੋਂ ਡਰਦਾ ਕੋਈ ਵੀ ਵਿਅਕਤੀ ਪੁਲੀਸ ਕੋਲ ਇਹਨਾਂ ਬਾਰੇ ਕੋਈ ਬਿਆਨ ਨਹੀਂ ਦਿੰਦਾ।
ਇਹਨਾਂ ਨੌਜਵਾਨਾਂ ਵਿੱਚ ਵੱਡੀ ਗਿਣਤੀ ਯੂਨੀਵਰਸਿਟੀ ਜਾਂ ਕਿਸੇ ਕਾਲਜ ਦੇ ਵਿਦਿਆਰਥੀ ਵੀ ਹੁੰਦੇ ਹਨ ਜੋ ਕਿ ਆਪਣਾ ਧਿਆਨ ਪੜਾਈ ਵਿੱਚ ਲਗਾਉਣ ਦੀ ਥਾਂ ਮਟਰਗਸ਼ਤੀ ਅਤੇ ਬਦਮਾਸ਼ੀ ਵਿੱਚ ਵਧੇਰੇ ਲਗਾਉਂਦੇ ਹਨ। ਕੁਝ ਸਮਾਂ ਪਹਿਲਾਂ ਪੰਜਾਬੀ ਯੂਨੀਵਰਸਿਟੀ ਦੇ ਸਾਹਮਣੇ ਵਾਲੇ ਇਲਾਕੇ ਵਿੱਚ ਇੱਕ ਵਿਦਿਆਰਥੀ ਦਾ ਕਤਲ ਵੀ ਕਰ ਦਿੱਤਾ ਗਿਆ ਸੀ, ਜਿਸ ਤੋਂ ਪਤਾ ਚਲਦਾ ਹੈ ਕਿ ਇਸ ਇਲਾਕੇ ਵਿੱਚ ਹਾਲਾਤ ਕਿੰਨੇ ਚਿੰਤਾਜਨਕ ਹਨ।
ਅਕਸਰ ਹੀ ਵੱਖ ਵੱਖ ਯੂਨੀਵਰਸਿਟੀਆਂ ਅਤੇ ਕਾਲਜਾਂ ਵਿੱਚ ਵੀ ਵਿਦਿਆਰਥੀਆਂ ਦੇ ਵੱਖ ਵੱਖ ਧੜਿਆਂ ਵਿੱਚ ਲੜਾਈਆਂ ਤੇ ਝੜੱਪਾਂ ਹੁੰਦੀਆਂ ਰਹਿੰਦੀਆਂ ਹਨ। ਇਹਨਾਂ ਝੜੱਪਾਂ ਵਿੱਚ ਅਕਸਰ ਕ੍ਰਿਪਾਨਾਂ, ਕਿਰਚਾਂ ਅਤੇ ਚਾਕੂਆਂ ਦੀ ਸ਼ਰੇਆਮ ਵਰਤੋ ਕੀਤੀ ਜਾਂਦੀ ਹੈ। ਕਈ ਵਾਰ ਤਾਂ ਕੁਝ ਵਿਦਿਆਰਥੀ ਪਿਸਤੋਲ ਤੇ ਰਿਵਾਲਵਰ ਨਾਲ ਵੀ ਫਾਇਰ ਕਰ ਦਿੰਦੇ ਹਨ, ਜਿਸ ਨਾਲ ਦਹਿਸ਼ਤ ਫੈਲ ਜਾਂਦੀ ਹੈ। ਵੱਖ ਵੱਖ ਸੜਕਾਂ ਤੇ ਜਾਂਦੇ ਵਾਹਨ ਜੇ ਆਪਸ ਵਿੱਚ ਖਹਿ ਜਾਣ ਤਾਂ ਵਾਹਨ ਸਵਾਰਾਂ ਦੀ ਅਕਸਰ ਆਪਸ ਵਿੱਚ ਲੜਾਈ ਹੋ ਜਾਂਦੀ ਹੈ ਅਤੇ ਦੋਵੇਂ ਇੱਕ ਦੂਜੇ ਦਾ ਕਤਲ ਤੱਕ ਕਰਨ ਤੱਕ ਜਾਂਦੇ ਹਨ।
ਅਜਿਹਾ ਕੁਝ ਵੇਖ ਕੇ ਵੱਖ ਵੱਖ ਬੁੱਧੀਜੀਵੀ ਸਵਾਲ ਕਰਦੇ ਹਨ ਕਿ ਸਮਾਜ ਹੁਣ ਕਿਹੜੇ ਪਾਸੇ ਤੁਰ ਪਿਆ ਹੈ? ਆਮ ਲੋਕਾਂ ਵਿੱਚ ਸ਼ਹਿਣਸ਼ਕਤੀ ਦੀ ਘਾਟ ਹੋ ਗਈ ਹੈ। ਕੁਝ ਵਿਦਵਾਨ ਕਹਿੰਦੇ ਹਨ ਕਿ ਪੰਜਾਬ ਵਿੱਚ ਨਸ਼ਾ ਪ੍ਰਚਲਿਤ ਹੋਣ ਕਾਰਨ ਅਕਸਰ ਨਸ਼ੇੜੀ ਲੋਕ ਆਪਸ ਵਿੱਚ ਲੜ ਪੈਂਦੇ ਹਨ ਪਰ ਕਈ ਵਾਰ ਤਾਂ ਪੜੇ ਲਿਖੇ ਅਤੇ ਸਿਆਣੇ ਸਮਝੇ ਜਾਂਦੇ ਲੋਕਾਂ ਨੂੰ ਵੀ ਆਪਸ ਵਿੱਚ ਲੜਾਈ ਝਗੜੇ ਕਰਦਿਆਂ ਵੇਖਿਆ ਜਾਂਦਾ ਹੈ। ਕਈ ਵਾਰ ਤਾਂ ਗਲੀਆਂ ਵਿੱਚ ਖੇਡ ਰਹੇ ਬੱਚਿਆਂ ਦੀ ਮਾਮੂਲੀ ਲੜਾਈ ਉਹਨਾਂ ਦੇ ਮਾਪਿਆਂ ਲਈ ਸਿਰ ਪਾੜਨ ਤੇ ਲੱਤਾਂ ਬਾਹਾਂ ਤੋੜਨ ਵਾਲੀ ਲੜਾਈ ਤੱਕ ਪਹੁੰਚ ਜਾਂਦੀ ਹੈ।
ਸਮਾਜ ਦੇ ਮੋਹਰੀ ਆਗੂਆਂ ਅਤੇ ਵੱਖ ਵੱਖ ਸੰਤਾਂ ਮਹਾਂਪੁਰਸ਼ਾਂ ਨੂੰ ਚਾਹੀਦਾ ਹੈ ਕਿ ਉਹ ਆਮ ਲੋਕਾਂ ਨੂੰ ਸਹਿਣਸ਼ੀਲ ਰਹਿਣ ਦਾ ਉਪਦੇਸ਼ ਦੇਣ ਅਤੇ ਹਰ ਇੱਕ ਵਿਅਕਤੀ ਨੂੰ ਸ਼ਾਂਤੀ ਰੱਖਣ ਦਾ ਪ੍ਰਵਚਨ ਦਿੱਤਾ ਜਾਵੇ ਤਾਂ ਕਿ ਸਮਾਜ ਨੂੰ ਸਹੀ ਦਿਸ਼ਾ ਵਿੱਚ ਅੱਗੇ ਲਿਆਂਦਾ ਜਾ ਸਕੇ।
ਬਿਊਰੋ
-
National2 months agoਹਸਪਤਾਲ ਵਿੱਚ ਵੈਂਟੀਲੇਟਰ ਫਟਣ ਕਾਰਨ ਲੱਗੀ ਅੱਗ ਵਿੱਚ 3 ਨਵਜੰਮੇ ਬੱਚਿਆਂ ਦੀ ਮੌਤ
-
International4 weeks ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International1 month agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
Mohali2 months agoਬੂਥ ਮਾਰਕੀਟ ਐਸੋਸੀਏਸ਼ਨ ਫੇਜ਼ 2 ਮੁਹਾਲੀ ਦਾ ਵਫਦ ਮੇਅਰ ਸਰਬਜੀਤ ਸਿੰਘ ਸਮਾਣਾ ਨੂੰ ਮਿਲਿਆ
-
International1 month agoਨੇਪਾਲ ਵਿੱਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 210 ਹੋਈ, ਕਈ ਲਾਪਤਾ
-
International2 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
International1 month agoਤਿੱਬਤ ਤੋਂ ਆਏ ਹੜ੍ਹ ਕਾਰਨ ਨੇਪਾਲ ਵਿੱਚ ਭਾਰੀ ਤਬਾਹੀ, ਦਰਜਨਾਂ ਪਿੰਡ ਤਬਾਹ
-
International3 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
