Connect with us

Punjab

ਮਾਮੂਲੀ ਬਹਿਸਬਾਜ਼ੀ ਤੋਂ ਬਾਅਦ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

Published

on

 

ਮੋਗਾ, 27 ਜੁਲਾਈ (ਸ.ਬ.) ਮੋਗਾ ਦੇ ਜ਼ੀਰਾ ਰੋਡ ਤੇ ਕਿਰਾਏ ਦੇ ਕਮਰੇ ਵਿਚ ਰਹਿ ਰਹੇ ਇਕ 27 ਸਾਲਾ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ ਅਮਿਤ ਵਜੋਂ ਹੋਈ ਹੈ ਜੋ ਮੂਲ ਤੌਰ ਤੇ ਉੱਤਰ ਪ੍ਰਦੇਸ਼ ਦੇ ਮੁਜੱਫਰਨਗਰ ਦਾ ਰਹਿਣ ਵਾਲਾ ਹੈ ਤੇ ਕੁਝ ਦੇਰ ਪਹਿਲਾਂ ਹੀ ਇੱਥੇ ਕਿਰਾਏ ਦੇ ਕੁਆਰਟਰ ਵਿਚ ਰਹਿਣ ਆਇਆ ਸੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲੀਸ ਮੌਕੇ ਤੇ ਪਹੁੰਚੀ ਅਤੇ ਲਾਸ਼ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਅਮਿਤ ਦਾ ਕਤਲ ਉਸ ਦੇ ਨਾਲ ਹੀ ਕਿਰਾਏ ਤੇ ਰਹਿਣ ਵਾਲੇ ਨੌਜਵਾਨ ਕਮਲਜੀਤ ਨੇ ਕੀਤਾ ਹੈ। ਜ਼ਿਕਰਯੋਗ ਹੈ ਕਿ ਦੋਹਾਂ ਵਿਚਾਲੇ ਅੱਜ ਸਵੇਰੇ ਬਹਿਸਬਾਜ਼ੀ ਹੋ ਗਈ ਸੀ ਤੇ ਇਸ ਮਗਰੋਂ ਕਮਲਜੀਤ ਨੇ ਅਮਿਤ ਦਾ ਕਤਲ ਕਰ ਦਿੱਤਾ। ਕੁਆਰਟਰ ਦੇ ਮਾਲਕ ਨੇ ਦੱਸਿਆ ਕਿ ਅਮਿਤ ਕੁਮਾਰ ਕੁਝ ਦਿਨ ਪਹਿਲਾਂ ਹੀ ਕੁਆਰਟਰ ਵਿਚ ਰਹਿਣ ਆਇਆ ਸੀ। ਕਮਲ ਵੀ ਇੱਥੇ ਹੀ ਰਹਿੰਦਾ ਸੀ। ਦੋਹਾਂ ਵਿਚਾਲੇ ਹੋਏ ਝਗੜੇ ਮਗਰੋਂ ਕਮਲ ਨੇ ਅਮਿਤ ਦਾ ਕਤਲ ਕਰ ਦਿੱਤਾ।

ਮੌਕੇ ਤੇ ਪਹੁੰਚੇ ਡੀ.ਐਸ.ਪੀ. ਵਰਿੰਦਰ ਸਿੰਘ ਨੇ ਦੱਸਿਆ ਕਿ ਅਮਿਤ ਯੂ.ਪੀ. ਦਾ ਰਹਿਣ ਵਾਲਾ ਹੈ ਤੇ ਉਸ ਦਾ ਕਮਲ ਨਾਲ ਮਾਮੂਲੀ ਝਗੜਾ ਹੋ ਗਿਆ ਸੀ, ਜਿਸ ਵਿਚ ਕਮਲ ਨੇ ਅਮਿਤ ਦਾ ਕਤਲ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬਿਆਨ ਲੈ ਕੇ ਮਾਮਲਾ ਦਰਜ ਕੀਤਾ ਜਾ ਰਿਹਾ ਹੈ ਤੇ ਜੋ ਵੀ ਬਣਦੀ ਕਾਰਵਾਈ ਹੋਵੇਗੀ ਉਹ ਅਮਲ ਵਿਚ ਲਿਆਂਦੀ ਜਾਵੇਗੀ।

Continue Reading

Mohali

ਕਿਸਾਨੀ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ, ਸਿੱਧੁੂਪੁਰ ਅਤੇ ਡੱਲੇਵਾਲ ਨੇ ਸੂਬੇ ਵਿੱਚ ਟੋਲ ਪਲਾਜ਼ੇ ਪਰਚੀ ਮੁਕਤ ਕੀਤੇ

Published

on

By

ਖਰੜ, 14 ਜੁਲਾਈ (ਸ.ਬ.) ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ/ਡੱਲੇਵਾਲ) ਦੇ ਸੂਬਾਈ ਸੱਦੇ ਤੇ ਅੱਜ ਕਿਸਾਨਾਂ ਵੱਲੋਂ ਵੱਖ-ਵੱਖ ਥਾਵਾਂ ਤੇ ਟੋਲ ਪਲਾਜ਼ਿਆਂ ਨੂੰ ਪਰਚੀ ਮੁਕਤ ਕਰ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਯੂਨੀਅਨ ਵੱਲੋਂ ਪੂਰੇ ਪੰਜਾਬ ਵਿੱਚ ਸਵੇਰੇ 11:00 ਵਜੇ ਤੋਂ ਲੈ ਕੇ ਸ਼ਾਮ 4:00 ਵਜੇ ਤੱਕ ਟੋਲ ਪਲਾਜ਼ੇ ਮੁਫ਼ਤ ਕਰਨ ਦਾ ਐਲਾਨ ਕੀਤਾ ਗਿਆ ਸੀ, ਜਿਸ ਤਹਿਤ ਕਿਸਾਨਾਂ ਨੇ ਵੱਖ-ਵੱਖ ਹਾਈਵੇਅ ਤੇ ਧਰਨੇ ਲਾਏ।

ਯੂਨੀਅਨ ਦੇ ਸੱਦੇ ਤੇ ਖਰੜ-ਮੋਰਿੰਡਾ ਰੋਡ ਸਥਿਤ ਮਾਮੂਪੁਰ ਟੋਲ ਪਲਾਜ਼ਾ ਤੇ ਧਰਨਾ ਦਿੱਤਾ ਗਿਆ ਅਤੇ ਟੋਲ ਨੂੰ ਆਮ ਲੋਕਾਂ ਲਈ ਮੁਫ਼ਤ ਕਰਵਾ ਦਿੱਤਾ ਗਿਆ। ਕਿਸਾਨ ਆਗੂਆਂ ਦੀ ਅਗਵਾਈ ਹੇਠ ਸਵੇਰੇ ਕਰੀਬ 10 ਵਜੇ ਤੋਂ ਟੋਲ ਪਲਾਜ਼ਾ ਨੂੰ ਮੁਫ਼ਤ ਕਰ ਦਿੱਤਾ ਗਿਆ, ਜਿਸ ਕਾਰਨ ਵਾਹਨ ਚਾਲਕਾਂ ਨੇ ਬਿਨਾਂ ਟੋਲ ਟੈਕਸ ਅਦਾ ਕੀਤੇ ਆਪਣਾ ਸਫ਼ਰ ਜਾਰੀ ਰੱਖਿਆ। ਧਰਨੇ ਦੌਰਾਨ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਟ੍ਰੇਡ ਡੀਲ ਦਾ ਵਿਰੋਧ ਕੀਤਾ।

ਇਸ ਮੌਕੇ ਸੰਬੋਧਨ ਕਰਦਿਆਂ ਕਿਸਾਨ ਆਗੂ ਗਿਆਨ ਸਿੰਘ ਧੜਾਕ ਅਤੇ ਬਲਾਕ ਪ੍ਰਧਾਨ ਸੁਰਮੁਖ ਸਿੰਘ ਛੱਜੂ ਮਾਜਰਾ ਨੇ ਕਿਹਾ ਕਿ ਭਾਰਤ-ਅਮਰੀਕਾ ਟ੍ਰੇਡ ਡੀਲ ਦੇਸ਼ ਦੇ ਕਿਸਾਨਾਂ, ਖੇਤੀਬਾੜੀ ਅਤੇ ਪੇਂਡੂ ਆਰਥਿਕਤਾ ਲਈ ਨੁਕਸਾਨਦਾਇਕ ਸਾਬਤ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ੀ ਖੇਤੀ ਉਤਪਾਦਾਂ ਨੂੰ ਖੁੱਲ੍ਹੀ ਛੋਟ ਮਿਲਣ ਨਾਲ ਦੇਸ਼ ਦੇ ਕਿਸਾਨਾਂ ਦੀਆਂ ਫ਼ਸਲਾਂ ਨੂੰ ਉਚਿਤ ਭਾਅ ਨਹੀਂ ਮਿਲਣਗੇ ਅਤੇ ਖੇਤੀ ਖੇਤਰ ਹੋਰ ਸੰਕਟ ਵਿਚ ਫਸੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੇ ਸੱਦੇ ਅਨੁਸਾਰ ਦੇਸ਼ ਭਰ ਵਿਚ ਟੋਲ ਪਲਾਜ਼ਿਆਂ ਤੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਅਤੇ ਸਰਕਾਰ ਨੂੰ ਕਿਸਾਨ ਵਿਰੋਧੀ ਨੀਤੀਆਂ ਤੋਂ ਪਿੱਛੇ ਹਟਣਾ ਚਾਹੀਦਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕਿਸਾਨਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਧਰਨੇ ਦੌਰਾਨ ਪੁਲੀਸ ਪ੍ਰਸ਼ਾਸਨ ਵੱਲੋਂ ਵੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਤਾਂ ਜੋ ਆਵਾਜਾਈ ਸੁਚਾਰੂ ਢੰਗ ਨਾਲ ਚੱਲਦੀ ਰਹੇ।

ਇਸ ਦੌਰਾਨ ਅੱਜ ਸਵੇਰੇ 11:00 ਵਜੇ ਕਿਸਾਨਾਂ ਨੇ ਬਨੂੜ ਤੋਂ ਜ਼ੀਰਕਪੁਰ ਨੂੰ ਜਾਂਦੇ ਕੌਮੀ ਮਾਰਗ ਤੇ ਪੈਂਦੇ ਅਜ਼ੀਜ਼ਪੁਰ ਟੌਲ ਪਲਾਜ਼ਾ ਨੂੰ ਪੂਰੀ ਤਰ੍ਹਾਂ ਪਰਚੀ ਮੁਕਤ ਕਰ ਦਿੱਤਾ। ਕਿਸਾਨਾਂ ਵੱਲੋਂ ਟੌਲ ਪਲਾਜ਼ਾ ਤੇ ਧਰਨਾ ਦੇ ਦਿੱਤਾ ਗਿਆ, ਜਿਸ ਵਿੱਚ ਸੂਬਾਈ ਆਗੂ ਮਾਨ ਸਿੰਘ ਰਾਜਪੁਰਾ, ਤਰਲੋਚਨ ਸਿੰਘ ਨੰਡਿਆਲੀ, ਗੁਰਮੀਤ ਸਿੰਘ ਸਿਆਊ ਅਤੇ ਹੋਰ ਪ੍ਰਮੁੱਖ ਆਗੂ ਵਿਸ਼ੇਸ਼ ਤੌਰ ਤੇ ਮੌਜੂਦ ਰਹੇ। ਇਸ ਦੌਰਾਨ ਕਿਸਾਨਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਲਈ ਪੰਜਾਬ ਸਰਕਾਰ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।

ਇਸਦੇ ਨਾਲ ਹੀ ਬੀ.ਕੇ.ਯੂ. (ਡੱਲੇਵਾਲ) ਜ਼ਿਲ੍ਹਾ ਪਟਿਆਲਾ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਪਟਿਆਲਾ-ਰਾਜਪੁਰਾ ਰੋਡ ਤੇ ਸਥਿਤ ਧਰੇੜੀ ਜੱਟਾਂ ਟੌਲ ਪਲਾਜ਼ਾ ਤੇ ਵੀ ਧਰਨਾ ਮਾਰ ਕੇ ਇਸ ਨੂੰ ਵਾਹਨਾਂ ਲਈ ਪਰਚੀ ਮੁਕਤ ਕਰ ਦਿੱਤਾ ਗਿਆ। ਇਸ ਧਰਨੇ ਦੀ ਅਗਵਾਈ ਕਰਦਿਆਂ ਯੂਨੀਅਨ ਦੇ ਜ਼ਿਲ੍ਹਾ ਕਨਵੀਨਰ ਜਗਦੀਪ ਸਿੰਘ ਅਲੂਣਾ ਨੇ ਸਰਕਾਰ ਦੀਆਂ ਨੀਤੀਆਂ ਦੀ ਸਖ਼ਤ ਨਿਖੇਧੀ ਕੀਤੀ। ਕਿਸਾਨਾਂ ਵੱਲੋਂ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀ ਜਾ ਰਹੀ ਲੈਂਡ ਪੂਲਿੰਗ ਨੀਤੀ ਦਾ ਕਿਸਾਨਾਂ ਵੱਲੋਂ ਤਿੱਖਾ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਲੈਂਡ ਮਾਰਗੇਜ ਬੈਂਕਾਂ ਅਤੇ ਪੀ.ਏ.ਡੀ.ਬੀ. ਬੈਂਕਾਂ ਵਿੱਚ ਕਿਸਾਨਾਂ ਨਾਲ ਹੋਈ ਕਥਿਤ ਧੋਖਾਧੜੀ ਵਿਰੁੱਧ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਬੈਂਕਾਂ ਵਿੱਚ ਕਿਸਾਨਾਂ ਦੇ ਕਰਜ਼ਿਆਂ ਦੇ ਹੱਲ ਲਈ ਇੱਕ ਵਾਰ ਨਿਪਟਾਰਾ ਯੋਜਨਾ ਸ਼ੁਰੂ ਕੀਤੀ ਜਾਵੇ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ‘ਯੂ.ਐਸ.-ਇੰਡੀਆ ਵਪਾਰ ਸਮਝੌਤਾ’ ਕਿਸਾਨ ਵਿਰੋਧੀ ਹੈ, ਇਸ ਲਈ ਇਸ ਨੂੰ ਬਿਲਕੁਲ ਵੀ ਲਾਗੂ ਨਾ ਕੀਤਾ ਜਾਵੇ।

Continue Reading

Chandigarh

ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਏ. ਐਸ. ਆਈ. ਰੰਗੇ ਹੱਥੀਂ ਕਾਬੂ

Published

on

By

ਚੰਡੀਗੜ੍ਹ, 14 ਜੁਲਾਈ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਨੇ ਮਹਿਲਾ ਪੁਲੀਸ ਥਾਣਾ, ਪੁਲੀਸ ਲਾਈਨਜ਼ ਸੰਗਰੂਰ ਵਿਖੇ ਤਾਇਨਾਤ ਏ. ਐਸ. ਆਈ. (ਲੋਕਲ ਰੈਂਕ) ਕਮਲਜੀਤ ਸਿੰਘ ਨੂੰ 7,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਭਵਾਨੀਗੜ੍ਹ, ਜ਼ਿਲ੍ਹਾ ਸੰਗਰੂਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦਾ ਆਪਣੀ ਪਤਨੀ ਨਾਲ ਘਰੇਲੂ ਵਿਵਾਦ ਚੱਲ ਰਿਹਾ ਸੀ, ਜਿਸ ਕਾਰਨ ਉਸ ਦੀ ਪਤਨੀ ਵੱਖ ਰਹਿ ਰਹੀ ਸੀ। ਉਸ ਦੀ ਪਤਨੀ ਨੇ ਬਾਅਦ ਵਿੱਚ ਮਹਿਲਾ ਪੁਲੀਸ ਥਾਣਾ, ਸੰਗਰੂਰ ਵਿਖੇ ਉਸ ਦੇ, ਉਸ ਦੇ ਪਿਤਾ ਅਤੇ ਉਸ ਦੇ ਭਰਾ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ। ਇਸ ਮਾਮਲੇ ਦੀ ਪੜਤਾਲ ਏ. ਐਸ. ਆਈ. ਕਮਲਜੀਤ ਸਿੰਘ ਵੱਲੋਂ ਕੀਤੀ ਜਾ ਰਹੀ ਸੀ, ਜਿਸ ਸਬੰਧੀ ਮੁਲਜ਼ਮ ਏ. ਐਸ. ਆਈ. ਨੇ ਇਸ ਕੇਸ ਦਾ ਚਲਾਨ ਸਮਰੱਥ ਅਦਾਲਤ ਵਿੱਚ ਪੇਸ਼ ਕਰਨ ਬਦਲੇ ਉਸ ਤੋਂ 10,000 ਰੁਪਏ ਰਿਸ਼ਵਤ ਮੰਗੀ ਸੀ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ ਮੁਲਜ਼ਮ ਏ. ਐਸ. ਆਈ. ਨੂੰ 3,000 ਰੁਪਏ ਪਹਿਲਾਂ ਹੀ ਦੇ ਚੁੱਕਾ ਸੀ ਅਤੇ ਬਾਕੀ ਰਹਿੰਦੇ 7,000 ਰੁਪਏ ਜਲਦੀ ਦੇਣ ਦਾ ਵਾਅਦਾ ਕੀਤਾ ਸੀ।

ਬੁਲਾਰੇ ਨੇ ਦੱਸਿਆ ਕਿ ਰਿਸ਼ਵਤ ਦੀ ਬਾਕੀ ਰਹਿੰਦੀ ਰਕਮ ਦੇਣ ਲਈ ਰਾਜ਼ੀ ਨਾਲ ਹੋਣ ਕਰਕੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਤੱਕ ਪਹੁੰਚ ਕੀਤੀ। ਉਸ ਦੀ ਸ਼ਿਕਾਇਤ ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਮੁਲਜ਼ਮ ਏ. ਐਸ. ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 7,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Continue Reading

Mohali

ਲੋਕ ਮਿਲਣੀ ਪ੍ਰੋਗਰਾਮਾਂ ਦੌਰਾਨ ਪਿੰਡ ਬਠਲਾਣਾ, ਗੁਡਾਣਾ ਅਤੇ ਢੇਲਪੁਰ ਵਿਖੇ ਲੋਕਾਂ ਦੇ ਰੂਬਰੂ ਹੋਏ ਵਿਧਾਇਕ ਕੁਲਵੰਤ ਸਿੰਘ

Published

on

By

ਐਸ ਏ ਐਸ ਨਗਰ, 14 ਜੁਲਾਈ (ਸ.ਬ.) ਪੰਜਾਬ ਸਰਕਾਰ ਦੀਆਂ ਲੋਕ-ਭਲਾਈ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਚਲਾਏ ਜਾ ਰਹੇ ‘ਲੋਕ ਮਿਲਣੀ ਪ੍ਰੋਗਰਾਮ’ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਹਲਕਾ ਮੁਹਾਲੀ ਦੇ ਪਿੰਡ ਬਠਲਾਣਾ, ਗੁਡਾਣਾ ਅਤੇ ਢੇਲਪੁਰ ਵਿਖੇ ਲੋਕਾਂ ਨਾਲ ਮੁਲਾਕਾਤ ਕੀਤੀ। ਤਿੰਨਾਂ ਪਿੰਡਾਂ ਵਿੱਚ ਕਰਵਾਏ ਗਏ ਪ੍ਰੋਗਰਾਮਾਂ ਦੌਰਾਨ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਅਤੇ ਇਲਾਕੇ ਦੇ ਮੋਹਤਬਰ ਵਿਅਕਤੀਆਂ ਨੇ ਸ਼ਮੂਲੀਅਤ ਕੀਤੀ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਰੰਗਲਾ ਪੰਜਾਬ ਸਕੀਮ ਤਹਿਤ ਪਿੰਡ ਵਿੱਚ ਗੰਦੇ ਪਾਣੀ ਦੀ ਨਿਕਾਸੀ ਲਈ 8 ਲੱਖ ਰੁਪਏ, ਅਨੁਸੂਚਿਤ ਜਾਤੀ ਧਰਮਸ਼ਾਲਾ ਲਈ 5 ਲੱਖ ਰੁਪਏ ਅਤੇ ਸਟਰੀਟ ਲਾਈਟਾਂ ਲਈ 3 ਲੱਖ ਰੁਪਏ ਜਲਦੀ ਜਾਰੀ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਲੋੜਵੰਦ ਪਰਿਵਾਰਾਂ ਨੂੰ ਮਕਾਨਾਂ ਦੀ ਉਸਾਰੀ ਲਈ ਵਿੱਤੀ ਸਹਾਇਤਾ ਵੀ ਪ੍ਰਦਾਨ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਪਿੰਡ ਵਿੱਚ 5 ਲੱਖ ਰੁਪਏ ਦੀ ਲਾਗਤ ਨਾਲ ਜਿਮ ਬਣਾਇਆ ਜਾ ਰਿਹਾ ਹੈ, ਲਾਇਬ੍ਰੇਰੀ ਦੀ ਉਸਾਰੀ ਜਾਰੀ ਹੈ ਅਤੇ ਮੁੱਖ ਮੰਤਰੀ ਖੇਡ ਮੈਦਾਨ ਯੋਜਨਾ ਤਹਿਤ ਖੇਡ ਮੈਦਾਨ ਵੀ ਤਿਆਰ ਕੀਤਾ ਜਾ ਰਿਹਾ ਹੈ, ਤਾਂ ਜੋ ਨੌਜਵਾਨਾਂ ਨੂੰ ਖੇਡਾਂ ਲਈ ਉਚਿਤ ਸਹੂਲਤਾਂ ਮਿਲ ਸਕਣ ਅਤੇ ਉਹ ਖੇਡਾਂ ਦੇ ਖੇਤਰ ਵਿੱਚ ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕਰ ਸਕਣ।

ਪਿੰਡ ਬਠਲਾਣਾ ਦੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਰੰਗਲਾ ਪੰਜਾਬ ਸਕੀਮ ਤਹਿਤ ਅਨੁਸੂਚਿਤ ਜਾਤੀ ਧਰਮਸ਼ਾਲਾ ਲਈ 3 ਲੱਖ ਰੁਪਏ ਜਲਦੀ ਜਾਰੀ ਕੀਤੇ ਜਾਣਗੇ। ਇਸ ਤੋਂ ਇਲਾਵਾ 2 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਦੇ ਟੋਬੇ ਦੇ ਕਿਨਾਰੇ ਚਾਰਦੀਵਾਰੀ ਬਣਾਈ ਜਾ ਰਹੀ ਹੈ। ਪਿੰਡ ਦੇ ਦੋ ਲੋੜਵੰਦ ਪਰਿਵਾਰਾਂ ਨੂੰ ਕੱਚੇ ਮਕਾਨ ਪੱਕੇ ਕਰਨ ਲਈ 4 ਲੱਖ ਰੁਪਏ ਦੀ ਵਿੱਤੀ ਸਹਾਇਤਾ ਵੀ ਦਿੱਤੀ ਗਈ ਹੈ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਸਮਾਣਾ, ਸਾਬਕਾ ਸਰਪੰਚ ਅਵਤਾਰ ਸਿੰਘ ਮੌਲੀ, ਰਜਿੰਦਰ ਪ੍ਰਸਾਦ ਸ਼ਰਮਾ, ਹਰਪਾਲ ਸਿੰਘ ਚੰਨਾ, ਜਸਪਾਲ ਸਿੰਘ ਮਟੌਰ, ਪਿੰਡ ਗੁਡਾਣਾ ਦੇ ਸਰਪੰਚ ਗੁਰਜੰਟ ਸਿੰਘ, ਬਾਬਾ ਬੰਤ ਸਿੰਘ, ਸਤਨਾਮ ਸਿੰਘ, ਬਲਾਕ ਪ੍ਰਧਾਨ ਰਿੰਕੂ ਗੁਡਾਲਾ, ਹਰਪਾਲ ਸਿੰਘ ਸਰਪੰਚ, ਹਰਨੇਕ ਸਿੰਘ ਨੰਬਰਦਾਰ, ਬਲਕਾਰ ਸਿੰਘ ਨੰਬਰਦਾਰ, ਅਮਰਜੀਤ ਸਿੰਘ (ਸਾਬਕਾ ਪੰਚ), ਗੁਰਜੀਤ ਸਿੰਘ ਫੌਜੀ, ਮਾਸਟਰ ਅਮਰਜੀਤ ਸਿੰਘ, ਮਾਸਟਰ ਨਰਿੰਦਰ ਸਿੰਘ, ਵਜ਼ੀਰ ਸਿੰਘ (ਸਾਬਕਾ ਸਰਪੰਚ) ਅਤੇ ਸੰਤ ਸਿੰਘ ਕੌੜਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

Continue Reading

Latest News

Trending