Connect with us

Punjab

ਦਾਸ ਪਰਿਵਾਰ ਜਾਂ ਪਾਰਟੀ ਕੋਲੋਂ ਜਾਣੇ ਅਣਜਾਣੇ ਵਿੱਚ ਹੋਈਆਂ ਸਾਰੀਆਂ ਭੁੱਲਾਂ ਆਪਣੀ ਝੋਲੀ ਵਿੱਚ ਪਾਉਂਦਾ ਹੈ : ਸੁਖਬੀਰ ਬਾਦਲ

Published

on

 

ਅਕਾਲੀ ਦਲ ਦੇ ਪ੍ਰਧਾਨ ਵਲੋਂ ਸ੍ਰੀ ਅਕਾਲ ਤਖ਼ਤ ਨੂੰ ਦਿੱਤਾ ਸਪੱਸ਼ਟੀਕਰਨ ਹੋਇਆ ਜਨਤਕ

ਅੰਮ੍ਰਿਤਸਰ, 5 ਅਗਸਤ (ਸ.ਬ.) ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਦਿੱਤਾ ਗਿਆ ਸਪੱਸ਼ਟੀਕਰਨ ਜਨਤਕ ਕਰ ਦਿੱਤਾ ਗਿਆ ਹੈ। ਇਸ ਸਪੱਸ਼ਟੀਕਰਨ ਵਿਚ ਸੁਖਬੀਰ ਸਿੰਘ ਬਾਦਲ ਨੇ ਲਿਖਿਆ ਹੈ ਕਿ ਉਹ ਜਾਣੇ-ਅਣਜਾਣੇ ਵਿਚ ਹੋਈਆਂ ਸਾਰੀਆਂ ਭੁੱਲਾਂ ਨੂੰ ਆਪਣੀ ਝੋਲੀ ਵਿਚ ਪਾਉਂਦੇ ਹਨ, ਭਾਵੇਂ ਉਹ ਪਰਿਵਾਰ ਕੋਲੋਂ ਹੋਈਆਂ ਜਾਂ ਪਾਰਟੀ ਕੋਲੋਂ।

ਸਪਸ਼ਟੀਕਰਨ ਵਿੱਚ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਸਮੂਹ ਪੰਜਾਬੀਆਂ ਅਤੇ ਵਿਸ਼ੇਸ਼ ਕਰਕੇ ਸਿੱਖ ਕੌਮ ਦੀ ਨੁਮਾਇੰਦਾ ਜਥੇਬੰਦੀ ਹੈ। ਇਸ ਜਥੇਬੰਦੀ ਦੀ ਸਥਾਪਨਾ ਵੀ 14 ਦਸੰਬਰ, 1920 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਹੋਈ ਸੀ ਅਤੇ ਸਥਾਪਨਾ ਤੋਂ ਲੈ ਕੇ ਅੱਜ ਤੱਕ ਇਹ 10 ਗੁਰੂ ਸਹਿਬਾਨ ਅਤੇ ਜੁਗੋ-ਜੁਗ ਅਟੱਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਫਲਸਫੇ ਤੋਂ ਸੇਧ ਲੈ ਕੇ ਸਰਬੱਤ ਦੇ ਭਲੇ ਲਈ ਦਿਨ ਰਾਤ ਮਿਹਨਤ ਕਰ ਰਹੀ ਹੈ।

ਸਪਸ਼ਟੀਕਰਨ ਵਿੱਚ ਕਿਹਾ ਗਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਰਿਹਾ ਹੈ ਅਤੇ ਰਹੇਗਾ। ਜਿਥੋਂ ਤੱਕ ਉਹਨਾਂ ਖਿਲਾਫ ਕੁਝ ਸੀਨੀਅਰ ਆਗੂਆਂ ਵੱਲੋਂ ਦਿੱਤੀ ਗਈ ਸ਼ਿਕਾਇਤ ਦਾ ਸਬੰਧ ਹੈ, ਉਸਦੇ ਸਪੱਸ਼ਟੀਕਰਨ ਤੋਂ ਪਹਿਲਾਂ ਉਹ ਕੁਝ ਮਹੱਤਵਪੂਰਨ ਤੱਥ ਸ੍ਰੀ ਅਕਾਲ ਤਖਤ ਦੇ ਧਿਆਨ ਵਿਚ ਲਿਆਉਣਾ ਚਾਹੁੰਦੇ ਹਨ ਕਿ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਸਮੇਂ (ਸਾਲ 2007 ਤੋਂ ਲੈ ਕੇ ਅਕਤੂਬਰ 2015 ਤੱਕ) ਕੁਝ ਦੁਖਦਾਈ ਘਟਨਾਵਾਂ ਵਾਪਰੀਆਂ ਸਨ। ਇਨ੍ਹਾਂ ਹਿਰਦੇਵੇਧਕ ਘਟਨਾਵਾਂ ਨੂੰ ਲੈ ਕੇ ਉਸ ਵੇਲੇ ਦੇ ਮੁੱਖ ਮੰਤਰੀ ਸਵਰਗੀ ਪ੍ਰਕਾਸ਼ ਸਿੰਘ ਬਾਦਲ ਤਤਕਾਲੀ ਜਥੇਦਾਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਕੋਲ 17 ਅਕਤੂਬਰ, 2015 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਨਿੱਜੀ ਤੌਰ ਤੇ ਹਾਜ਼ਰ ਹੋਏ ਸਨ ਅਤੇ ਉਨ੍ਹਾਂ ਨੇ ਪਸ਼ਚਾਤਾਪ ਦੀ ਭਾਵਨਾ ਨਾਲ ਆਪਣੇ ਮਨ ਦੀ ਪੀੜ੍ਹਾ ਇਕ ਲਿਖਤੀ ਪੱਤਰ ਵਿਚ ਸਿੰਘ ਸਾਹਿਬ ਨੂੰ ਪੇਸ਼ ਕੀਤੀ ਸੀ। ਸੁਖਬੀਰ ਬਾਦਲ ਵਲੋਂ ਮਰਹੂਮ ਪ੍ਰਕਾਸ਼ ਸਿੰਘ ਬਾਦਲ ਵਲੋਂ ਦਿੱਤਾ ਗਿਆ ਪਸ਼ਚਾਤਾਪ ਪੱਤਰ ਵੀ ਨਾਲ ਦਿੱਤਾ ਗਿਆ ਹੈ।

ਸੁਖਬੀਰ ਬਾਦਲ ਨੇ ਅੱਗੇ ਲਿਖਿਆ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਬਖਸ਼ਿੰਦ ਗੁਰੂ ਦਾ ਬਖਸ਼ਿੰਦ ਤਖ਼ਤ ਹੈ। ਸਮਰੱਥ ਗੁਰੂ ਜਾਣੀ ਜਾਣ ਹੈ। ਤਰਕ ਤੇ ਦਲੀਲਾਂ ਉਥੇ ਹੁੰਦੀਆਂ ਹਨ ਜਿੱਥੇ ਕਿਸੇ ਨੂੰ ਸਮਝਾਉਣ ਦੀ ਲੋੜ ਹੋਵੇ ਜਾਂ ਕੁਝ ਲੁਕਾਉਣ ਦੀ ਮਨਸ਼ਾ ਹੋਵੇ। ਦਾਸ ਗੁਰੂ ਘਰ ਦਾ ਨਿਮਾਣਾ ਸੇਵਕ ਹੈ। ਹਮੇਸ਼ਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਰਿਹਾ ਹੈ। ਮੈਂ ਬਿਨਾਂ ਕਿਸੇ ਸਵਾਬ ਜਵਾਬ ਦੇ ਸੱਚੇ ਦਿਲੋਂ ਵਾਹਿਗੁਰੂ ਅੱਗੇ ਜੋਦੜੀ ਕਰ ਰਿਹਾ ਹਾਂ। ਜੋ ਵੀ ਸਾਡੇ ਖਿਲਾਫ ਲਿਖ ਕੇ ਦਿੱਤਾ ਗਿਆ ਹੈ, ਦਾਸ ਉਸ ਲਈ ਗੁਰੂ ਦੇ ਮਹਾਨ ਤਖ਼ਤ ਤੇ ਹਾਜ਼ਰ ਹੋ ਕੇ ਗੁਰੂ ਸਾਹਿਬ ਅਤੇ ਗੁਰੂ ਪੰਥ ਪਾਸੋਂ ਬਿਨਾਂ ਸ਼ਰਤ ਖਿਮਾ ਜਾਚਨਾ ਕਰਦਾ ਹੈ। ਪਰਿਵਾਰ ਦਾ ਮੁਖੀ ਹੋਣ ਦੇ ਨਾਤੇ ਦਾਸ ਸਾਰੀਆਂ ਭੁੱਲਾਂ ਨੂੰ ਆਪਣੀ ਝੋਲੀ ਵਿਚ ਪਾਉਂਦਾ ਹੈ। ਚਾਹੇ ਇਹ ਭੁੱਲਾਂ ਪਾਰਟੀ ਕੋਲੋਂ ਹੋਈਆਂ ਹਨ ਜਾਂ ਸਰਕਾਰ ਕੋਲੋਂ, ਦਾਸ ਚੇਤ-ਅਚਤ ਹੋਈਆਂ ਇਨ੍ਹਾਂ ਸਾਰੀਆਂ ਭੁੱਲਾਂ-ਚੁੱਕਾਂ ਲਈ ਖਿਮਾ ਦਾ ਜਾਚਕ ਹੈ।

ਉਹਨਾਂ ਲਿਖਿਆ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗੁਰਮਤਿ ਪ੍ਰੰਪਰਾਵਾਂ ਅਨੁਸਾਰ ਜਾਰੀ ਕੀਤੇ ਪਰ ਹੁਕਮ ਨੂੰ ਦਾਸ ਅਤੇ ਮੇਰੇ ਸਾਥੀ ਖਿੜੇ ਮੱਥੇ ਪ੍ਰਵਾਨ ਕਰਨਗੇ। ਮੇਰੀ ਅਰਦਾਸ ਹੈ ਕਿ ਅਕਾਲ ਪੁਰਖ ਪੰਥ ਅਤੇ ਪੰਜਾਬ ਨੂੰ ਹਮੇਸ਼ਾਂ ਚੜ੍ਹਦੀਕਲਾ ਵਿੱਚ ਰੱਖੇ।

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Chandigarh

ਦੂਜੇ ਸੂਬਿਆਂ ਅਤੇ ਵਿਦੇਸ਼ਾਂ ਵਿੱਚ ਲੁਕੇ ਗੈਂਗਸਟਰਾਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਲਈ ਵਚਨਬੱਧ ਹੈ ਪੰਜਾਬ ਪੁਲੀਸ : ਗੌਰਵ ਯਾਦਵ

Published

on

By

ਪੰਜਾਬ ਸਰਕਾਰ ਨੇ ਗੌਰਵ ਯਾਦਵ ਨੂੰ ਬਣਾਇਆ ਸੂਬੇ ਦਾ ਰੈਗੂਲਰ ਡੀ ਜੀ ਪੀ

ਚੰਡੀਗੜ੍ਹ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਨੇ 1992 ਬੈਚ ਦੇ ਆਈ ਪੀ ਐਸ ਅਧਿਕਾਰੀ ਗੌਰਵ ਯਾਦਵ ਨੂੰ ਰੈਗੂਲਰ ਡੀ ਜੀ ਪੀ ਵਜੋਂ ਨਿਯੁਕਤ ਕਰ ਦਿੱਤਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇਸ ਮਾਮਲੇ ਤੇ 13 ਅਕਤੂਬਰ ਨੂੰ ਸੁਣਵਾਈ ਹੋਣੀ ਹੈ ਅਤੇ ਉਸ ਤੋਂ ਪਹਿਲਾਂ ਹੀ ਅੱਜ ਪੰਜਾਬ ਸਰਕਾਰ ਨੇ ਅੱਜ ਗੌਰਵ ਯਾਦਵ ਨੂੰ ਰੈਗੂਲਰ ਡੀ ਜੀ ਪੀ ਵਜੋਂ ਨਿਯੁਕਤ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ।

ਅਹੁਦਾ ਸੰਭਾਲਣ ਤੋਂ ਬਾਅਦ ਡੀ ਜੀ ਪੀ ਗੌਰਵ ਯਾਦਵ ਨੇ ਕਿਹਾ ਕਿ ਗੈਂਗਸਟਰਾਂ ਤੇ ਸਮਾਜ ਵਿਰੋਧੀ ਅਨਸਰਾਂ ਲਈ ਸੂਬੇ ਵਿੱਚ ਕੋਈ ਥਾਂ ਨਹੀਂ ਹੈ। ਉਹ ਦੇਸ਼ ਦੇ ਕਿਸੇ ਵੀ ਹਿੱਸੇ ਜਾਂ ਵਿਦੇਸ਼ ਵਿੱਚ ਲੁਕੇ ਹੋਣ, ਪੰਜਾਬ ਪੁਲੀਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਕੇ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣਾ ਪੁਲੀਸ ਦੀ ਤਰਜੀਹ ਹੈ। ਦੇਸ਼ ਵਿਰੋਧੀ ਅਨਸਰਾਂ ਨੂੰ ਆਪਣੇ ਮਨਸੂਬਿਆਂ ਵਿੱਚ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਗੈਂਗਸਟਰਾਂ ਅਤੇ ਉਨ੍ਹਾਂ ਦੇ ਨੈਟਵਰਕ ਵਿਰੁੱਧ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ। ਪੁਲੀਸ ਸੰਗਠਿਤ ਅਪਰਾਧ ਨੂੰ ਖ਼ਤਮ ਕਰਨ ਅਤੇ ਨਸ਼ਾ ਤਸਕਰੀ ਦੇ ਨੈਟਵਰਕ ਨੂੰ ਤੋੜਨ ਲਈ ਲਗਾਤਾਰ ਕਾਰਵਾਈ ਕਰ ਰਹੀ ਹੈ।

ਆਈ ਪੀ ਐਸ ਅਧਿਕਾਰੀ ਗੌਰਵ ਯਾਦਵ ਜੁਲਾਈ 2022 ਤੋਂ ਕਾਰਜਕਾਰੀ ਡੀਜੀਪੀ ਵਜੋਂ ਸੇਵਾਵਾਂ ਨਿਭਾ ਰਹੇ ਹਨ। ਪੰਜਾਬ ਪੁਲੀਸ ਦੇ ਮੁਖੀ ਵਜੋਂ ਨਿਯੁਕਤੀ ਲਈ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਸੂਚੀਬੱਧ ਕੀਤੇ ਗਏ ਤਿੰਨ ਅਧਿਕਾਰੀਆਂ ਵਿੱਚ ਉਨ੍ਹਾਂ ਦਾ ਨਾਂ ਸ਼ਾਮਲ ਹੈ ਜਦੋਂ ਕਿ ਇਸ ਪੈਨਲ ਵਿੱਚ ਦੋ ਅਧਿਕਾਰੀ ਸ਼ਰਦ ਸੱਤਿਆ ਚੌਹਾਨ ਅਤੇ ਹਰਪ੍ਰੀਤ ਸਿੰਘ ਸਿੱਧੂ ਸ਼ਾਮਲ ਹਨ। ਪੈਨਲ ਮਿਲਣ ਤੋਂ ਬਾਅਦ ਜੁਲਾਈ ਮਹੀਨੇ ਤੋਂ ਰੈਗੂਲਰ ਡੀ ਜੀ ਪੀ ਦੀ ਨਿਯੁਕਤੀ ਲਟਕੀ ਹੋਈ ਸੀ।

ਇਸ ਸੰਬੰਧੀ ਐਡਵੋਕੇਟ ਨਿਖਿਲ ਥਮਨ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਪੰਜਾਬ ਵਿੱਚ ਲੰਮੇ ਸਮੇਂ ਤੋਂ ਕਾਰਜਕਾਰੀ ਡੀ ਜੀ ਪੀ ਹੋਣ ਦੀ ਵਿਵਸਥਾ ਨੂੰ ਚੁਣੌਤੀ ਦਿੱਤੀ ਸੀ। ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਡਿਵੀਜ਼ਨ ਬੈਂਚ ਨੇ ਪਹਿਲੀ ਅਕਤੂਬਰ ਨੂੰ ਪੰਜਾਬ ਸਰਕਾਰ ਨੂੰ ਰੈਗੂਲਰ ਡੀਜੀਪੀ ਦੀ ਨਿਯੁਕਤੀ ਬਾਰੇ ਢੁਕਵਾਂ ਫ਼ੈਸਲਾ ਲੈਣ ਦੇ ਆਦੇਸ਼ ਦਿੱਤੇ ਸਨ। ਹਾਈ ਕੋਰਟ ਨੇ ਮੁੱਖ ਸਕੱਤਰ ਕੇ. ਏ. ਪੀ. ਸਿਨਹਾ ਨੂੰ 13 ਅਕਤੂਬਰ ਨੂੰ ਹੋਣ ਵਾਲੀ ਅਗਲੀ ਸੁਣਵਾਈ ਤੱਕ ਅਦਾਲਤ ਵਿੱਚ ਇਸ ਸਬੰਧੀ ਪਾਲਣਾ ਸਬੰਧੀ ਹਲਫ਼ਨਾਮਾ ਪੇਸ਼ ਕਰਨ ਦੀ ਹਦਾਇਤ ਕੀਤੀ ਸੀ। ਜਿਕਰਯੋਗ ਹੈ ਕਿ ਗੌਰਵ ਯਾਦਵ ਜੁਲਾਈ 2022 ਤੋਂ ਬਤੌਰ ਕਾਰਜਕਾਰੀ ਡੀਜੀਪੀ ਕੰਮ ਕਰ ਰਹੇ ਹਨ। ਉਨ੍ਹਾਂ ਦੀ ਸੇਵਾਮੁਕਤੀ 30 ਅਪਰੈਲ 2029 ਨੂੰ ਹੋਣੀ ਹੈ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Latest News

Trending