Connect with us

Mohali

ਮੁਹਾਲੀ ਸ਼ਹਿਰ ਦੀਆਂ ਏ ਅਤੇ ਬੀ ਸੜਕਾਂ ਦੀ ਮਸ਼ੀਨੀ ਸਫਾਈ ਦਾ ਕੰਮ ਸ਼ੁਰੂ

Published

on

 

ਪਹਿਲੇ ਪੜਾਅ ਵਿੱਚ ਏ ਸ਼੍ਰੇਣੀ ਦੀਆਂ 110 ਕਿਲੋਮੀਟਰ ਸੜਕਾਂ ਦੀ ਕੀਤੀ ਜਾਵੇਗੀ ਸਾਫ ਸਫਾਈ : ਕੁਲਵੰਤ ਸਿੰਘ

ਐਸ ਏ ਐਸ ਨਗਰ, 8 ਅਗਸਤ (ਸ.ਬ.) ਹਲਕਾ ਵਿਧਾਇਕ ਸ. ਕੁਲਵੰਤ ਸਿੰਘ ਵੱਲੋਂ ਅੱਜ ਸ਼ਹਿਰ ਦੀਆਂ ਮੁੱਖ ਸੜਕਾਂ ਦੀ ਮਸ਼ੀਨੀ ਸਫਾਈ ਦਾ ਰਸਮੀ ਉਦਘਾਟਨ ਕਰਦਿਆਂ ਵਿਦੇਸ਼ ਤੋਂ ਆਈਆਂ ਦੋ ਮਕੈਨੀਕਲ ਸਵੀਪਿੰਗ ਮਸ਼ੀਨਾਂ ਨੂੰ ਲੋਕ ਅਰਪਣ ਕੀਤੀਆਂ ਗਈਆਂ। ਇਸ ਸੰਬੰਧੀ ਸਪੋਰਟਸ ਕੰਪਲੈਕਸ 78 ਦੇ ਸਾਮਣੇ ਆਯੋਜਿਤ ਇੱਕ ਸਮਾਗਮ ਦੌਰਾਨ ਸz. ਕੁਲਵੰਤ ਸਿੰਘ ਨੇ ਕਿਹਾ ਕਿ ਪਿਛਲੇ ਦੋ ਸਾਲ ਤੋਂ ਮਸ਼ੀਨੀ ਸਫਾਈ ਦਾ ਕੰਮ ਬੰਦ ਹੋਣ ਕਾਰਨ ਸਫ਼ਾਈ ਦਾ ਮਾਮਲਾ ਗੰਭੀਰ ਬਣਿਆ ਹੋਇਆ ਸੀ ਅਤੇ ਲੋਕ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਸਨ।

ਨਗਰ ਨਿਗਮ ਦੇ ਮੇਅਰ ਦੇ ਕਾਰਜਕਾਲ ਦੌਰਾਨ ਸ਼ਹਿਰ ਵਿੱਚ ਸਫ਼ਾਈ ਦੇ ਕੰਮ ਵਿੱਚ ਸੁਧਾਰ ਲਿਆਉਣ ਲਈ ਮਕੈਨੀਕਲ ਸਵੀਪਿੰਗ ਦੀ ਸ਼ੁਰੂਆਤ ਕਰਨ ਵਾਲੇ ਹਲਕਾ ਵਿਧਾਇਕ ਸz. ਕੁਲਵੰਤ ਸਿੰਘ ਨੇ ਕਿਹਾ ਕਿ ਨਗਰ ਨਿਗਮ ਮੁਹਾਲੀ ਕੋਲ ਮਕੈਨੀਕਲ ਸਵੀਪਿੰਗ ਮਸ਼ੀਨਾਂ ਨੂੰ ਖ਼ਰੀਦਣ ਲਈ ਲੋੜੀਂਦੇ ਫ਼ੰਡ ਉਪਲੱਬਧ ਨਹੀਂ ਸਨ ਅਤੇ ਇਸ ਸੰਬੰਧੀ ਉਨ੍ਹਾਂ ਵੱਲੋਂ ਪੰਜਾਬ ਦੇ ਸ਼ਹਿਰੀ ਵਿਕਾਸ ਮੰਤਰੀ ਨਾਲ ਤਾਲਮੇਲ ਕਰਕੇ ਗਮਾਡਾ ਨੂੰ ਹੁਕਮ ਜਾਰੀ ਕਰਵਾਇਆ ਕਿ ਲੋੜੀਂਦੀਆਂ ਮਸ਼ੀਨਾਂ ਖ਼ਰੀਦਣ ਲਈ ਨਗਰ ਨਿਗਮ ਨੂੰ 10 ਕਰੋੜ ਰੁਪਏ ਦਿੱਤੇ ਜਾਣ।

ਉਹਨਾਂ ਕਿਹਾ ਕਿ ਗਮਾਡਾ ਵੱਲੋਂ ਇਹ ਰਕਮ ਦਿੱਤੇ ਜਾਣ ਦਾ ਭਰੋਸਾ ਮਿਲਣ ਉਪਰੰਤ ਨਗਰ ਨਿਗਮ ਵੱਲੋਂ ਸ਼ਹਿਰ ਦੀ ਸਫ਼ਾਈ ਲਈ ਲੋੜੀਂਦੀਆਂ 4 ਮਕੈਨੀਕਲ ਸਵੀਪਿੰਗ ਮਸ਼ੀਨਾਂ ਵਿਦੇਸ਼ ਵਿੱਚੋਂ ਖ਼ਰੀਦਣ ਲਈ ਕਾਰਵਾਈ ਆਰੰਭ ਕਰ ਦਿੱਤੀ ਗਈ ਸੀ, ਜਿਸ ਵਿੱਚੋਂ 2 ਮਸ਼ੀਨਾਂ ਸ਼ਹਿਰ ਵਿੱਚ ਪਹੁੰਚ ਚੁੱਕੀਆਂ ਹਨ ਅਤੇ ਬਾਕੀ ਦੀਆਂ 2 ਮਸ਼ੀਨਾਂ ਅਗਲੇ ਮਹੀਨੇ ਦੇ ਅਖ਼ੀਰ ਤੱਕ ਪਹੁੰਚਣ ਦੀ ਆਸ ਹੈ।

ਉਹਨਾਂ ਕਿਹਾ ਕਿ ਅੱਜ ਅਰਦਾਸ ਕਰਵਾ ਕੇ ਸ਼ਹਿਰ ਦੀਆਂ ‘ਏ’ ਕੈਟਾਗਰੀ ਦੀਆਂ ਸੜਕਾਂ ਦੀ ਸਫ਼ਾਈ ਦੇ ਕੰਮ ਦੀ ਸ਼ੁਰੂਆਤ ਸ਼ੁਰੂ ਕਰ ਦਿੱਤੀ ਗਈ ਹੈ। ਇਹ ਮਸ਼ੀਨਾਂ ਰੋਜ਼ਾਨਾ ਰਾਤ ਨੂੰ 8 ਘੰਟੇ ਦੇ ਕਰੀਬ ਕੰਮ ਕਰਕੇ 110 ਕਿਲੋਮੀਟਰ ਸੜਕਾਂ ਸਾਫ਼ ਕਰਨਗੀਆਂ। ਉਨ੍ਹਾਂ ਕਿਹਾ ਕਿ ਬਾਕੀ ਦੀਆਂ 2 ਮਸ਼ੀਨਾਂ ਸਤੰਬਰ ਮਹੀਨੇ ਦੇ ਅਖ਼ੀਰ ਤੱਕ ਨਗਰ ਨਿਗਮ ਕੋਲ ਪਹੁੰਚਣ ਉਪਰੰਤ ਸ਼ਹਿਰ ਦੀਆਂ ‘ਬੀ’ ਸੜਕਾਂ ਦੀ ਸਫ਼ਾਈ ਵੀ ਮਕੈਨੀਕਲ ਸਵੀਪਿੰਗ ਮਸ਼ੀਨਾਂ ਨਾਲ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮਸ਼ੀਨਾਂ ਦੀ ਖ੍ਰੀਦ ਦਾ ਖਰਚ ਗਮਾਡਾ ਵੱਲੋਂ ਕੀਤੇ ਜਾਣ ਬਾਅਦ ਇਨ੍ਹਾਂ ਨੂੰ ਚਲਾਉਣ ਤੇ ਸਾਂਭ-ਸੰਭਾਲ ਦਾ ਖਰਚ ਨਗਰ ਨਿਗਮ ਸਹਿਣ ਕਰੇਗੀ।

ਇਸ ਮੌਕੇ ਨਗਰ ਨਿਗਮ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ, ਮੁੱਖ ਇੰਜੀਨੀਅਰ ਸਥਾਨਕ ਸਰਕਾਰਾਂ ਨਰੇਸ਼ ਬੱਤਾ, ਕਾਰਜਕਾਰੀ ਇੰਜੀਨੀਅਰ ਕਮਲਦੀਪ ਸਿੰਘ, ਕੌਂਸਲਰ ਸਰਬਜੀਤ ਸਿੰਘ ਸਮਾਣਾ, ਗੁਰਮੀਤ ਕੌਰ, ਸੁਖਦੇਵ ਸਿੰਘ ਪਟਵਾਰੀ ਅਤੇ ਅਰੁਣਾ ਵਿਸ਼ਿਸ਼ਟ ਤੋਂ ਇਲਾਵਾ ਹੋਰ ਕਈ ਅਧਿਕਾਰੀ ਅਤੇ ਪਤਵੰਤੇ ਹਾਜ਼ਰ ਸਨ।

Continue Reading

Mohali

ਗਮਾਡਾ ਨੇ ਪਿੰਡ ਰਾਏਪੁਰ ਵਿੱਚ ਬਾਗ਼ ਦੀ ਜ਼ਮੀਨ ਤੇ ਨਾਜਾਇਜ਼ ਕਲੋਨੀ ਕੱਟਣ ਵਾਲਿਆਂ ਖਿਲਾਫ ਕੀਤੀ ਕਾਰਵਾਈ

Published

on

By

ਬੁਲਡੋਜ਼ਰ ਚਲਾ ਕੇ ਚਾਰਦੀਵਾਰੀ ਢਾਹੀ, ਸੀਵਰੇਜ ਦੀਆਂ ਲਾਈਨਾਂ ਪੁੱਟੀਆਂ

ਐਸ ਏ ਐਸ ਨਗਰ, 29 ਅਕਤੂਬਰ (ਪਵਨ ਰਾਵਤ) ਪਿੰਡ ਰਾਏਪੁਰ ਵਿੱਚ ਬਾਗ਼ ਦੀ ਜ਼ਮੀਨ ਤੇ ਕਥਿਤ ਤੌਰ ਤੇ ਨਾਜਾਇਜ਼ ਕਲੋਨੀ ਕੱਟਣ ਅਤੇ ਹਰੇ-ਭਰੇ ਦਰੱਖਤਾਂ ਦੀ ਕਟਾਈ ਦੇ ਮਾਮਲੇ ਵਿੱਚ ਗਮਾਡਾ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਮੌਕੇ ਤੇ ਬੁਲਡੋਜ਼ਰ ਚਲਾ ਕੇ ਚਾਰਦੀਵਾਰੀ ਢਾਹ ਦਿੱਤੀ ਗਈ ਅਤੇ ਸੀਵਰੇਜ ਦੀਆਂ ਲਾਈਨਾਂ ਪੁੱਟ ਦਿੱਤੀਆਂ ਗਈਆਂ।

ਗਮਾਡਾ ਦੀ ਰੈਗੁਲੇਟਰੀ ਬ੍ਰਾਂਚ ਦੇ ਐਸ ਡੀ ਓ ਸz. ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਕਾਰਵਾਈ ਨਾਲ ਨਾਜਾਇਜ਼ ਤੌਰ ਤੇ ਕਲੋਨੀਆਂ ਵਿਕਸਿਤ ਕਰਨ ਵਾਲਿਆਂ ਨੂੰ ਸਖ਼ਤ ਸੰਦੇਸ਼ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਕੇ ਕਲੋਨੀਆਂ ਵਿਕਸਿਤ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਜਿਨ੍ਹਾਂ ਲੋਕਾਂ ਨੇ ਲੋੜੀਂਦੀਆਂ ਮਨਜ਼ੂਰੀਆਂ ਲਏ ਬਿਨਾਂ ਉਸਾਰੀ ਕੀਤੀ ਹੈ, ਉਨ੍ਹਾਂ ਵਿਰੁੱਧ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਹ ਗਲਤਫ਼ਹਿਮੀ ਨਹੀਂ ਰੱਖਣੀ ਚਾਹੀਦੀ ਕਿ ਮਕਾਨ ਬਣ ਜਾਣ ਤੋਂ ਬਾਅਦ ਗਮਾਡਾ ਕੋਈ ਕਾਰਵਾਈ ਨਹੀਂ ਕਰ ਸਕਦਾ। ਜੇਕਰ ਕਿਸੇ ਨੇ ਬਿਨਾਂ ਮਨਜ਼ੂਰੀ ਮਕਾਨ ਬਣਾਇਆ ਹੈ, ਤਾਂ ਗਮਾਡਾ ਵੱਲੋਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

Continue Reading

Mohali

ਪੰਚਾਇਤ ਸਮਿਤੀਆਂ/ਜਿਲ੍ਹਾ ਪ੍ਰੀਸ਼ਦਾਂ ਦੇ ਪੈਨਸ਼ਨਰਾਂ ਵੱਲੋਂ ਰੋਸ ਧਰਨਾ

Published

on

By

ਐਸ ਏ ਐਸ ਨਗਰ, 29 ਅਕਤੂਬਰ (ਸ.ਬ.) ਪੰਚਾਇਤ ਸਮਿਤੀਆਂ/ਜਿਲ੍ਹਾ ਪ੍ਰੀਸ਼ਦਾਂ ਦੇ ਪੈਨਸ਼ਨਰਾਂ ਵੱਲੋਂ ਆਪਣੀਆਂ ਲਮਕਦੀਆਂ ਮੰਗਾਂ ਮੰਗਵਾਉਣ ਲਈ ਸz. ਲਛਮਣ ਸਿੰਘ ਗਰੇਵਾਲ ਅਤੇ ਰਾਜਵਿੰਦਰ ਸਿੰਘ ਤਰਸਿੱਕਾ ਦੀ ਅਗਵਾਈ ਵਿੱਚ ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਦੇ ਮੁੱਖ ਦਫਤਰ (ਵਿਕਾਸ ਭਵਨ ਮੁਹਾਲੀ) ਵਿਖੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।

ਇਸ ਮੌਕੇ ਬੁਲਾਰਿਆਂ ਵੱਲੋਂ ਕਿਹਾ ਗਿਆ ਕਿ ਸਰਕਾਰ ਅਤੇ ਵਿਭਾਗ ਉਨ੍ਹਾਂ ਨਾਲ ਮਤਰੇਈ ਮਾਂ ਜਿਹਾ ਸਲੂਕ ਕਰ ਰਿਹਾ ਹੈ। ਪੇ-ਕਮਿਸ਼ਨ ਦੇ ਬਕਾਏ ਜਾਰੀ ਨਹੀਂ ਕੀਤੇ ਜਾ ਰਹੇ, ਬੁਢਾਪਾ ਭੱਤਾ ਪੂਰਾ ਨਹੀਂ ਦਿੱਤਾ ਜਾ ਰਿਹਾ, ਐਲ. ਟੀ. ਸੀ. ਦੀ ਸਹੂਲਤ ਲਾਗੂ ਨਹੀਂ ਕੀਤੀ ਜਾ ਰਹੀ, ਪੈਨਸ਼ਨ ਲਾਉਣ ਲਈ ਕੋਈ ਸਮਾਂ ਸੀਮਾਂ ਨਹੀਂ, ਪੈਨਸ਼ਨ ਸਮੇਂ ਸਿਰ ਨਹੀਂ ਦਿੱਤੀ ਜਾਂਦੀ, ਅਦਾਲਤੀ ਫੈਸਲਿਆਂ ਨੂੰ ਅਪੀਲਾਂ ਰਾਹੀਂ ਲਟਕਾਇਆ ਜਾ ਰਿਹਾ ਹੈ ਅਤੇ ਪੈਨਸ਼ਨ ਸੈਲ ਨੂੰ ਸੂਚਾਰੂ ਬਣਾਉਣ ਲਈ ਯਤਨ ਨਹੀਂ ਕੀਤੇ ਜਾਂਦੇ।

ਉਨ੍ਹਾਂ ਕਿਹਾ ਕਿ ਜੇ ਇਸ ਧਰਨੇ ਉਪਰੰਤ ਵੀ ਕਾਰਗਰ ਕਦਮ ਨਾ ਚੁੱਕੇ ਗਏ ਤਾਂ 25 ਨਵੰਬਰ ਨੂੰ ਮੁੜ ਧਰਨਾ ਲਗਾਇਆ ਜਾਵੇਗਾ। ਧਰਨੇ ਨੂੰ ਪੈਨਸ਼ਨਰ ਆਗੂਆਂ ਲਛਮਣ ਸਿੰਘ ਗਰੇਵਾਲ, ਰਾਜਵਿੰਦਰ ਸਿੰਘ ਤਰਸਿੱਕਾ, ਕੁਲਵੰਤ ਕੌਰ ਬਾਠ, ਗੁਰਮੀਤ ਸਿੰਘ ਭਾਂਖਰਪੁਰ, ਸੁਰਿੰਦਰ ਹਾਟਾ, ਸ਼ੇਰ ਮੁਹੰਮਦ, ਲਖਵਿੰਦਰ ਸਿੰਘ, ਰਾਜਵੰਤ ਸਿੰਘ, ਦਰਸ਼ਨ ਸਿੰਘ, ਮਾਨ ਸਿੰਘ, ਬਲਦੇਵ ਸਿੰਘ, ਮਹਿੰਦਰ ਸਿੰਘ ਭੰਗੂ, ਭਗਵਾਨ ਸਿੰਘ ਤੇ ਜਾਗੀਰ ਸਿੰਘ ਢਿੱਲੋਂ ਆਦਿ ਨੇ ਸੰਬੋਧਨ ਕੀਤਾ।

Continue Reading

Mohali

ਝੋਨੇ ਦੇ ਖਰੀਦ ਜਾਰੀ ਰੱਖਣ ਸਬੰਧੀ ਡਿਪਟੀ ਕਮਿਸ਼ਨਰ ਮੁਹਾਲੀ ਨੂੰ ਸਕੱਤਰ ਫੂਡ ਸਪਲਾਈ ਪੰਜਾਬ ਦੇ ਨਾਮ ਮੰਗ ਪੱਤਰ ਦਿੱਤਾ

Published

on

By

ਐਸ ਏ ਐਸ ਨਗਰ, 29 ਅਕਤੂਬਰ (ਸ.ਬ.) ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਸਕੱਤਰ ਫੂਡ ਸਪਲਾਈ ਪੰਜਾਬ ਨੂੰ ਡਿਪਟੀ ਕਮਿਸ਼ਨਰ ਮੁਹਾਲੀ ਰਾਹੀਂ ਮੰਗ ਪੱਤਰ ਦੇ ਕੇ ਝੋਨੇ ਦੇ ਖਰੀਦ ਜਾਰੀ ਰੱਖਣ ਸਬੰਧੀ ਮੰਗ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਦੇਹਕਲਾਂ ਨੇ ਦੱਸਿਆ ਕਿ ਪਿਛਲੇ ਦੋ ਤਿੰਨ ਦਿਨਾਂ ਤੋਂ ਮੰਡੀਆਂ ਵਿੱਚ ਕਿਸਾਨਾਂ ਨੂੰ ਝੋਨਾ ਵੇਚਣ ਵਿੱਚ ਮੁਸ਼ਕਲ ਪੇਸ਼ ਆ ਰਹੀ ਹੈ ਕਿਉਂਕਿ ਆੜ੍ਹਤੀਆਂ ਵੱਲੋਂ ਕਿਸਾਨਾਂ ਨੂੰ ਕਿਹਾ ਜਾ ਰਿਹਾ ਹੈ ਕਿ ਸਰਕਾਰ ਦਾ ਖਰੀਦ ਦਾ ਟੀਚਾ ਪੂਰਾ ਹੋ ਜਾਣ ਕਾਰਨ ਸਰਕਾਰ ਵੱਲੋਂ ਖਰੀਦ ਬੰਦ ਕਰ ਦਿੱਤੀ ਗਈ ਹੈ।

ਉਹਨਾਂ ਕਿਹਾ ਕਿ ਕੁਝ ਮੰਡੀਆਂ ਵਿੱਚ ਬਾਰਦਾਨਾ ਮੁਹਈਆ ਨਹੀਂ ਕਰਵਾਇਆ ਜਾ ਰਿਹਾ ਅਤੇ ਕੁਝ ਮੰਡੀਆਂ ਵਿੱਚ ਨਮੀ ਦੀ ਮਾਤਰਾ ਜ਼ਿਆਦਾ ਦੱਸ ਕੇ ਕਈ-ਕਈ ਦਿਨਾਂ ਤੋਂ ਖਰੀਦ ਨਹੀਂ ਕੀਤੀ ਜਾ ਰਹੀ। ਉਹਨਾਂ ਲਿਖਿਆ ਹੈ ਕਿ ਸੀਜਨ ਦੇ ਪਹਿਲੇ ਦਿਨ ਤੋਂ ਹੀ ਸਰਕਾਰ ਕਹਿ ਰਹੀ ਹੈ ਕਿ ਝੋਨਾ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ, ਇਸ ਕਰਕੇ ਖਰੀਦ ਬੰਦ ਨਹੀਂ ਕਰਨੀ ਚਾਹੀਦੀ।

ਉਹਨਾਂ ਲਿਖਿਆ ਹੈ ਕਿ ਖੇਤੀਬਾੜੀ ਵਿਭਾਗ ਦੇ ਸਰਵੇ ਅਨੁਸਾਰ ਝਾੜ ਵਿੱਚ ਵਾਧਾ ਹੋਇਆ ਹੈ ਅਤੇ ਖਰੀਦ ਏਜੰਸੀਆਂ ਵੱਲੋਂ ਕਿਹਾ ਜਾ ਰਿਹਾ ਹੈ ਪਿਛਲੇ ਸਾਲਾਂ ਦੇ ਸੀਜਨਾਂ ਦੇ ਝਾੜ ਮੁਤਾਬਕ ਖਰੀਦ ਕੀਤੀ ਜਾਵੇਗੀ ਜਦ ਕਿ ਇਸ ਸਾਲ ਝਾੜ ਜਿਆਦਾ ਹੈ। ਪਿਛਲੇ ਸੀਜ਼ਨ ਵਿੱਚ ਤਾਂ ਹੜ੍ਹਾਂ ਅਤੇ ਬਿਮਾਰੀਆਂ ਕਾਰਨ ਫਸਲ ਘੱਟ ਹੁੰਦੀ ਰਹੀ।

ਉਹਨਾਂ ਸਰਕਾਰ ਤੋਂ ਮੰਗ ਕੀਤੀ ਕਿ ਨਿਰਵਿਘਨ ਖਰੀਦ ਕੀਤੀ ਜਾਵੇ ਕਿਉਂਕਿ ਜੇਕਰ ਕਿਸਾਨ ਨੂੰ ਮੰਡੀਆਂ ਵਿੱਚ ਵਾਧੂ ਟਾਈਮ ਲੱਗੇਗਾ ਤਾਂ ਕਣਕ ਦੀ ਬਿਜਾਈ ਵੀ ਲੇਟ ਹੋਵੇਗੀ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਖਾਦ ਅਤੇ ਹੋਰ ਖਾਦਾਂ ਦਾ ਪ੍ਰਬੰਧ ਕਰਨ ਲਈ ਵਾਧੂ ਪਰੇਸ਼ਾਨ ਹੋਣਾ ਪੈ ਰਿਹਾ ਹੈ। ਉਪਰੋਕਤ ਮੰਗਾਂ ਤੇ ਤੁਰੰਤ ਧਿਆਨ ਦਿੱਤਾ ਜਾਵੇ ਕਿਸੇ ਵੀ ਦਾਣਾ ਮੰਡੀ ਵਿੱਚ ਖਰੀਦ ਬੰਦ ਨਾ ਕੀਤੀ ਜਾਵੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਮੇਹਰ ਸਿੰਘ ਥੇੜੀ ਪ੍ਰੈਸ ਸਕੱਤਰ ਪੰਜਾਬ, ਹਕੀਕਤ ਸਿੰਘ ਘੜੂੰਆਂ ਜ਼ਿਲ੍ਹਾ ਪ੍ਰੈਸ ਸਕੱਤਰ, ਬਹਾਦਰ ਸਿੰਘ ਨਿਆਮੀਆਂ ਜ਼ਿਲ੍ਹਾ ਜਨਰਲ ਸਕੱਤਰ, ਕੁਲਦੀਪ ਸਿੰਘ ਜਲਾਲਪੁਰ ਬਲਾਕ ਡੇਰਾਬੱਸੀ, ਜਰਨੈਲ ਸਿੰਘ ਦਿਆਲਪੁਰਾ ਬਲਾਕ ਪ੍ਰਧਾਨ ਡੇਰਾਬੱਸੀ, ਬਲਵਿੰਦਰ ਸਿੰਘ ਮਲਕਪੁਰ ਡੇਰਾਬੱਸੀ, ਪ੍ਰੇਮ ਸਿੰਘ ਮੀਰਪੁਰ ਡੇਰਾਬੱਸੀ, ਤਲਵਿੰਦਰ ਸਿੰਘ ਡੇਰਾਬੱਸੀ ਹਾਜ਼ਰ ਸਨ।

Continue Reading

Latest News

Trending