Editorial
ਪੰਜਾਬ ਦੇ ਮਸਲੇ ਹੱਲ ਕਰਵਾਉਣ ਲਈ ਏਕਾ ਕਰਨ ਸਿਆਸੀ ਪਾਰਟੀਆਂ
ਵਿਰੋਧੀ ਪਾਰਟੀਆਂ ਨੂੰ ਹਰ ਗੱਲ ਤੇ ਸਰਕਾਰ ਦਾ ਵਿਰੋਧ ਕਰਨ ਦੀ ਬਜਾਏ ਸਰਕਾਰ ਨੂੰ ਸਹਿਯੋਗ ਦੇਣ ਦੀ ਲੋੜ
ਪੰਜਾਬ ਵਿੱਚ ਇਸ ਵੇਲੇ ਦਰਿਆਈ ਪਾਣੀਆਂ ਦਾ ਮਸਲਾ, ਧਰਤੀ ਹੇਠਲੇ ਪਾਣੀ ਦਾ ਡਿੱਗਦਾ ਪੱਧਰ, ਪੰਜਾਬ ਵਿਚੋਂ ਦੂਜੇ ਦੇਸ਼ਾਂ ਨੂੰ ਹੋ ਰਿਹਾ ਪਰਵਾਸ, ਬੇਰੁਜ਼ਗਾਰੀ, ਨਸ਼ਿਆਂ ਦੀ ਲਗਾਤਾਰ ਵੱਧਦੀ ਸਮੱਸਿਆ, ਸਰਕਾਰ ਦਾ ਲਗਾਤਾਰ ਵੱਧਦਾ ਕਰਜ਼ਾ, ਅਮਨ ਕਾਨੂੰਨ ਦੀ ਗੰਭੀਰ ਹੁੰਦੀ ਸਥਿਤੀ, ਕਣਕ ਝੋਨੇ ਦੇ ਫਸਲੀ ਚੱਕਰ ਵਿੱਚ ਫਸੇ ਕਿਸਾਨ ਸਮੇਤ ਅਜਿਹੇ ਅਨੇਕ ਵੱਡੇ ਮਸਲੇ ਹਨ, ਜਿਹਨਾਂ ਦੇ ਹੱਲ ਲਈ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਇੱਕਠੇ ਹੋਣ ਦੀ ਲੋੜ ਹੈ। ਇਹਨਾਂ ਵਿਚੋਂ ਕਈ ਮਸਲੇ ਅਜਿਹੇ ਹਨ ਜਿਹਨਾਂ ਨੂੰ ਸਰਕਾਰ ਅਤੇ ਵਿਰੋਧੀ ਪਾਰਟੀਆਂ ਵਲੋਂ ਇੱਕਠੇ ਹੋ ਕੇ ਹੰਭਲਾ ਮਾਰਨ ਤੇ ਹੱਲ ਕੀਤਾ ਜਾ ਸਕਦਾ ਹੈ।
ਪਰੰਤੂ ਹਾਲਾਤ ਇਹ ਹਨ ਕਿ ਜੇਕਰ ਸਰਕਾਰ ਕੋਈ ਚੰਗਾ ਕੰਮ ਵੀ ਕਰਨਾ ਚਾਹੁੰਦੀ ਹੈ ਤਾਂ ਵਿਰੋਧੀ ਪਾਰਟੀਆਂ ਤੁਰੰਤ ਉਸ ਕੰਮ ਵਿਚ ਵੀ ਅੜਿੱਕਾ ਪਾ ਦਿੰਦੀਆਂ ਹਨ। ਇਸ ਸਮੇਂ ਪੰਜਾਬ ਦੀ ਸਿਆਸੀ ਸਥਿਤੀ ਇਹ ਹੈ ਕਿ ਸਰਕਾਰ ਆਪਣੀ ਡੱਫਲੀ ਵਜਾ ਰਹੀ ਹੈ, ਜਦੋਂਕਿ ਵਿਰੋਧੀ ਪਾਰਟੀਆਂ ਹਰ ਗੱਲ ਤੇ ਸਰਕਾਰ ਦਾ ਵਿਰੋਧ ਕਰ ਰਹੀਆਂ ਹਨ। ਹੁਣੇ ਜਿਹੇ ਪੰਜਾਬ ਸਰਕਾਰ ਨੇ ਮੁੜ ਕਰਜਾ ਲਿਆ ਹੈ ਤਾਂ ਵਿਰੋਧੀ ਪਾਰਟੀਆਂ ਇਹ ਕਰਜਾ ਲੈਣ ਦਾ ਵਿਰੋਧ ਕਰ ਰਹੀਆਂ ਹਨ, ਦੂਜੇ ਪਾਸੇ ਆਪ ਆਗੂ ਕਹਿ ਰਹੇ ਹਨ ਕਿ ਜੇ ਸਰਕਾਰ ਕਰਜਾ ਨਾ ਲੈਂਦੀ ਤਾਂ ਸਰਕਾਰ ਨੂੰ ਲੋਕਾਂ ਤੇ ਟੈਕਸ ਲਗਾਉਣੇ ਪੈਣੇ ਸਨ। ਲੋਕਾਂ ਨੂੰ ਟੈਕਸਾਂ ਤੋਂ ਬਚਾਉਣ ਲਈ ਅਤੇ ਸਰਕਾਰ ਦੇ ਕੰਮ ਕਾਜ ਚਲਾਉਣ ਲਈ ਹੀ ਸਰਕਾਰ ਨੂੰ ਕਰਜਾ ਲੈਣਾ ਪਿਆ। ਸਰਕਾਰ ਵਲੋਂ ਲਏ ਇਸ ਕਰਜੇ ਤੇ ਰਾਜਨੀਤੀ ਤਾਂ ਹੋ ਰਹੀ ਹੈ, ਪਰ ਮਸਲਾ ਹਲ ਕਰਨ ਵੱਲ ਕਿਸੇ ਦਾ ਧਿਆਨ ਨਹੀਂ ਹੈ।
ਪੰਜਾਬ ਦੇ ਦਰਿਆਈ ਪਾਣੀਆਂ ਦਾ ਰੇੜਕਾ ਕਈ ਦਹਾਕਿਆਂ ਤੋਂ ਚਲ ਰਿਹਾ ਹੈ ਪਰ ਹੁਣ ਤਕ ਇਸ ਦਾ ਠੋਸ ਹੱਲ ਨਹੀਂ ਨਿਕਲਿਆ। ਇਸ ਦੌਰਾਨ ਇੱਕ ਪਾਸੇ ਪੰਜਾਬ ਵਿੱਚ ਧਰਤੀ ਹੇਠਲਾ ਪਾਣੀ ਖਤਮ ਹੋਣ ਕੰਢੇ ਪਹੁੰਚ ਗਿਆ ਹੈ, ਦੂਜੇ ਪਾਸੇ ਪੰਜਾਬ ਵਿੱਚ ਪੀਣ ਵਾਲੇ ਪਾਣੀ ਦੀ ਘਾਟ ਆ ਗਈ ਹੈ। ਪਹਿਲਾਂ ਤਾਂ ਸਿਰਫ ਗਰਮੀਆਂ ਵੇਲੇ ਪੰਜਾਬ ਦੇ ਕੁਝ ਸ਼ਹਿਰਾਂ ਵਿੱਚ ਪੀਣ ਵਾਲੇ ਪਾਣੀ ਦੀ ਘਾਟ ਆਉਂਦੀ ਸੀ ਪਰ ਹੁਣ ਤਾਂ ਪੰਜਾਬ ਦੇ ਜਿਆਦਾਤਰ ਪਿੰਡਾਂ ਵਿੱਚ ਬਰਸਾਤ ਦੇ ਮੌਸਮ ਦੌਰਾਨ ਵੀ ਪੀਣ ਵਾਲੇ ਸਾਫ ਪਾਣੀ ਦੀ ਘਾਟ ਹੋ ਗਈ ਹੈ।
ਹਾਲਾਂਕਿ ਆਪ ਸਰਕਾਰ ਵੱਲੋਂ ਦਾਅਵਾ ਕੀਤਾ ਜਾਂਦਾ ਰਿਹਾ ਹੈ ਕਿ ਸਰਕਾਰ ਵਲੋਂ ਪੰਜਾਬ ਦੀ ਪਰਵਾਸ ਦੀ ਸਮੱਸਿਆ ਨੂੰ ਹਲ ਕੀਤਾ ਜਾਵੇਗਾ ਅਤੇ ਵਿਦੇਸ਼ੀ ਪੰਜਾਬ ਵਿੱਚ ਆ ਕੇ ਕੰਮ ਕਰਿਆ ਕਰਨਗੇ ਪਰ ਰੋਜਾਨਾ ਵਿਦੇਸ਼ ਜਾਂਦੇ ਪੰਜਾਬੀਆਂ ਦੀ ਵੱਡੀ ਗਿਣਤੀ ਕੁਝ ਹੋਰ ਅੰਕੜੇ ਪੇਸ਼ ਕਰਦੀ ਹੈ। ਵਿਰੋਧੀ ਪਾਰਟੀਆਂ ਦਾ ਕਹਿਣਾ ਹੈ ਕਿ ਪੰਜਾਬ ਵਿਚੋਂ ਪਰਵਾਸ ਨੂੰ ਰੋਕਣ ਲਈ ਪੰਜਾਬ ਸਰਕਾਰ ਨਾਕਾਮ ਹੋ ਗਈ ਹੈ ਅਤੇ ਇਸ ਸਰਕਾਰ ਦੀਆਂ ਨੀਤੀਆਂ ਪੰਜਾਬੀਆਂ ਦੇ ਲਗਾਤਾਰ ਵੱਧਦੇ ਪਰਵਾਸ ਨੂੰ ਰੋਕ ਨਹੀਂ ਪਾਈਆਂ ਹਨ। ਪੰਜਾਬੀਆਂ ਦੇ ਪਰਵਾਸ ਨੂੰ ਰੋਕਣ ਲਈ ਜਰੂਰੀ ਹੈ ਕਿ ਸਰਕਾਰ ਵਲੋਂ ਵਿਰੋਧੀ ਧਿਰ ਨਾਲ ਮਿਲ ਕੇ ਯਤਨ ਕੀਤੇ ਜਾਣ।
ਬੇਰੁਜ਼ਗਾਰੀ ਪੰਜਾਬ ਦੀ ਸਭਤੋਂ ਵੱਡੀ ਸਮੱਸਿਆ ਬਣ ਰਹੀ ਹੈ, ਸਰਕਾਰ ਭਾਵੇਂ ਦਾਅਵਾ ਕਰਦੀ ਹੈ ਕਿ ਸਰਕਾਰ ਵਲੋਂ ਨੌਜਵਾਨਾਂ ਨੂੰ ਲਗਾਤਾਰ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ, ਪਰੰਤੂ ਸਰਕਾਰੀ ਦਾਅਵਿਆਂ ਦੇ ਉਲਟ ਪੰਜਾਬ ਵਿੱਚ ਲੱਖਾਂ ਦੀ ਗਿਣਤੀ ਵਿੱਚ ਪੜੇ ਲਿਖੇ ਨੌਜਵਾਨ ਵਿਹਲੇ ਘੁੰਮ ਰਹੇ ਹਨ। ਵਿਹਲੇ ਘੁੰਮ ਰਹੇ ਇਹ ਨੌਜਵਾਨ ਸਮਾਜ ਲਈ ਸਿਰਦਰਦੀ ਬਣ ਰਹੇ ਹਨ ਅਤੇ ਇਹਨਾਂ ਨੂੰ ਗਲਤ ਪਾਸੇ ਜਾਣ ਤੋਂ ਰੋਕਣ ਲਈ ਇਹਨਾਂ ਵਾਸਤੇ ਰੁਜਗਾਰ ਦਾ ਪ੍ਰਬੰਧ ਕਰਨਾ ਸਰਕਾਰ ਦੀ ਜਿੰਮੇਵਾਰੀ ਹੈ।
ਨਸ਼ਾ ਪੰਜਾਬ ਦੀ ਸਭ ਤੋਂ ਵੱਡੀ ਸਮੱਸਿਆ ਹੈ। ਪੰਜਾਬੀ ਨੌਜਵਾਨਾਂ ਦੇ ਨਾਲ ਹੀ ਹੁਣ ਪੰਜਾਬ ਦੀਆਂ ਕਈ ਕੁੜੀਆਂ ਦੇ ਵੀ ਨਸ਼ੇ ਦੀ ਦਲਦਲ ਵਿੱਚ ਫਸੇ ਹੋਣ ਦੀਆਂ ਖਬਰਾਂ ਮੀਡੀਆ ਵਿੱਚ ਆ ਰਹੀਆਂ ਹਨ। ਅਕਸਰ ਕਿਸੇ ਨਾ ਕਿਸੇ ਇਲਾਕੇ ਵਿਚੋਂ ਨਸ਼ੇ ਵਿੱਚ ਟੱਲੀ ਹੋਏ ਨੌਜਵਾਨ ਮੁੰਡੇ ਜਾਂ ਕੁੜੀ ਦੀ ਵੀਡੀਓ ਵਾਇਰਲ ਹੋ ਜਾਂਦੀ ਹੈ, ਜਿਸ ਤੋਂ ਪਤਾ ਚਲਦਾ ਹੈ ਕਿ ਨਸ਼ਾ ਕਿੰਨਾ ਫੈਲ ਗਿਆ ਹੈ। ਹਰ ਦਿਨ ਹੀ ਕਿਸੇ ਨਾ ਕਿਸੇ ਇਲਾਕੇ ਵਿੱਚ ਨਸ਼ੇ ਦੀ ਓਵਰਡੋਜ ਕਾਰਨ ਮੌਤਾਂ ਹੋਣ ਦੀਆਂ ਖਬਰਾਂ ਵੀ ਮੀਡੀਆ ਵਿੱਚ ਆ ਰਹੀਆਂ ਹਨ। ਮੌਜੂਦਾ ਸਰਕਾਰ ਅਨੇਕਾਂ ਯਤਨ ਕਰਨ ਦੇ ਬਾਵਜੂਦ ਨਸ਼ੇ ਦੀ ਸਮੱਸਿਆ ਨੂੰ ਹੱਲ ਨਹੀ ਕਰ ਸਕੀ, ਜਿਸ ਕਾਰਨ ਵਿਰੋਧੀ ਪਾਰਟੀਆਂ ਅਕਸਰ ਸਰਕਾਰ ਦੀ ਨਿਖੇਧੀ ਕਰਦੀਆਂ ਹਨ।
ਇਸੇ ਤਰ੍ਹਾਂ ਪੰਜਾਬ ਦੀਆਂ ਅਨੇਕਾਂ ਹੋਰ ਸਮੱਸਿਆਵਾਂ ਹਨ ਜਿਹਨਾਂ ਨੂੰ ਹੱਲ ਕਰਨ ਦੀ ਤੁਰੰਤ ਲੋੜ ਹੈ ਪਰ ਉਹਨਾਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਨਾ ਤਾਂ ਸਰਕਾਰ ਗੰਭੀਰ ਹੈ ਤੇ ਨਾ ਹੀ ਵਿਰੋਧੀ ਪਾਰਟੀਆਂ ਪੰਜਾਬ ਦੀਆਂ ਉਹਨਾਂ ਸਮੱਸਿਆਵਾਂ ਨੂੰ ਹਲ ਕਰਨ ਲਈ ਸਰਕਾਰ ਨੂੰ ਸਹਿਯੋਗ ਦੇ ਰਹੀਆਂ ਹਨ।
ਇਸ ਸੰਬੰਧੀ ਸਮਾਜ ਸੇਵੀਆਂ ਵਲੋਂ ਕਿਹਾ ਜਾਂਦਾ ਹੈ ਕਿ ਪੰਜਾਬ ਦੇ ਵੱਡੇ ਮਸਲੇ ਹੱਲ ਕਰਨ ਲਈ ਸਰਕਾਰ ਅਤੇ ਵਿਰੋਧੀ ਪਾਰਟੀਆਂ ਨੂੰ ਰਲ ਮਿਲ ਕੇ ਸਾਂਝੀ ਰਣਨੀਤੀ ਬਣਾਉਣੀ ਚਾਹੀਦੀ ਹੈ ਅਤੇ ਕੇਂਦਰ ਸਰਕਾਰ ਉਪਰ ਸਾਂਝਾ ਦਬਾਓ ਪਾ ਕੇ ਪੰਜਾਬ ਦੇ ਵੱਡੇ ਮਸਲੇ ਹੱਲ ਕਰਵਾਉਣ ਲਈ ਯਤਨ ਕੀਤੇ ਜਾਣੇ ਚਾਹੀਦੇ ਹਨ।
ਬਿਊਰੋ
Editorial
ਆਟੋ ਰਿਕਸ਼ਿਆਂ ਵਾਸਤੇ ਵੱਖਰੀ ਲੇਨ ਬਣਾਏ ਪ੍ਰਸ਼ਾਸ਼ਨ
ਪਿਛਲੇ ਕੁੱਝ ਸਾਲਾਂ ਤੋਂ ਸਾਡੇ ਸ਼ਹਿਰ ਵਿਚਲੀ ਟ੍ਰੈਫਿਕ ਵਿਵਸਥਾ ਦੀ ਬਦਹਾਲੀ ਲਗਾਤਾਰ ਵੱਧ ਰਹੀ ਹੈ। ਇਹ ਇੱਕ ਅਜਿਹੀ ਸਮੱਸਿਆ ਹੈ ਜਿਹੜੀ ਹਰੇਕ ਸ਼ਹਿਰੀ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰਦੀ ਹੈ ਅਤੇ ਟ੍ਰੈਫਿਕ ਵਿਵਸਥਾ ਦੀ ਬਦਹਾਲੀ ਕਾਰਨ ਆਮ ਲੋਕਾਂ ਦੀ ਸੁਰਖਿਅਤ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੁੰਦੀ ਹੈ। ਇਸ ਸੰਬੰਧੀ ਸ਼ਹਿਰ ਵਾਸੀ ਅਕਸਰ ਟ੍ਰੈਫਿਕ ਵਿਵਸਥਾ ਦੀ ਬਦਹਾਲੀ ਦੀ ਸ਼ਿਕਾਇਤ ਕਰਦੇ ਵੀ ਦਿਖਦੇ ਹਨ ਅਤੇ ਸ਼ਹਿਰਵਾਸੀਆਂ ਨਾਲ ਇਸ ਸੰਬੰਧੀ ਗੱਲ ਕਰਨ ਤੇ ਜਿਆਦਾਤਰ ਦਾ ਜਵਾਬ ਇਹੀ ਹੁੰਦਾ ਹੈ ਕਿ ਟ੍ਰੈਫਿਕ ਵਿਵਸਥਾ ਦੀ ਇਸ ਬਦਹਾਲੀ ਲਈ ਸ਼ਹਿਰ ਵਿੱਚ ਚਲਦੇ ਆਟੋ ਰਿਕਸ਼ਿਆਂ ਦੇ ਚਾਲਕ ਹੀ ਸਭ ਤੋਂ ਵੱਧ ਜਿੰਮੇਵਾਰ ਹਨ। ਲੋਕ ਕਹਿੰਦੇ ਹਨ ਕਿ ਜਦੋਂ ਤਕ ਸ਼ਹਿਰ ਦੀਆਂ ਸੜਕਾਂ ਤੇ ਲਗਾਤਾਰ ਵੱਧ ਰਹੀ ਆਟੋ ਰਿਕਸ਼ਿਆਂ ਦੀ ਭੀੜ ਤੇ ਕਾਬੂ ਨਹੀਂ ਕੀਤਾ ਜਾਂਦਾ, ਟ੍ਰੈਫਿਕ ਦੀ ਇਸ ਸਮੱਸਿਆ ਨੂੰ ਹਲ ਨਹੀਂ ਕੀਤਾ ਜਾ ਸਕਦਾ।
ਸ਼ਹਿਰ ਦੇ ਵਸਨੀਕਾਂ ਵਲੋਂ ਇਹ ਗੱਲ ਪੁਖਤਾ ਢੰਗ ਨਾਲ ਆਖੀ ਜਾਂਦੀ ਹੈ ਕਿ ਸ਼ਹਿਰ ਵਿੱਚ ਸਵਾਰੀ ਸਿਸਟਮ ਦੇ ਆਧਾਰ ਤੇ ਚਲਣ ਵਾਲੇ ਇਹਨਾਂ ਆਟੋ ਰਿਕਸ਼ਿਆਂ ਦੇ ਜਿਆਦਾਤਰ ਚਾਲਕਾਂ ਵਲੋਂ ਟ੍ਰੈਫਿਕ ਨਿਯਮਾਂ ਦੀ ਰੱਜ ਕੇ ਉਲੰਘਣਾ ਕੀਤੀ ਜਾਂਦੀ ਹੈ ਅਤੇ ਇਹ ਆਟੋ ਚਾਲਕ ਇੱਕ ਦੂਜੇ ਤੋਂ ਅੱਗੇ ਵੱਧ ਕੇ ਸਵਾਰੀਆਂ ਬਿਠਾਉਣ ਦੀ ਹੋੜ ਵਿੱਚ ਅਕਸਰ ਸੜਕ ਹਾਦਸਿਆਂ ਦਾ ਕਾਰਨ ਬਣਦੇ ਹਨ, ਪਰੰਤੂ ਇਸਦੇ ਬਾਵਜੂਦ ਟ੍ਰੈਫਿਕ ਪੁਲੀਸ ਵਲੋਂ ਇਹਨਾਂ ਆਟੋ ਚਾਲਕਾਂ ਦੀਆਂ ਆਪਹੁਦਰੀਆਂ ਤੇ ਕਾਬੂ ਕਰਨ ਲਈ ਲੋੜੀਂਦੀ ਕਾਰਵਾਈ ਨਾ ਕੀਤੇ ਜਾਣ ਕਾਰਨ ਇਹ ਸਮੱਸਿਆ ਲਗਾਤਾਰ ਵੱਧ ਰਹੀ ਹੈ।
ਲੋਕਾਂ ਦੀ ਆਮ ਸ਼ਿਕਾਇਤ ਹੈ ਕਿ ਸ਼ਹਿਰ ਵਿੱਚ ਚਲਦੇ ਇਹਨਾਂ ਆਟੋ ਰਿਕਸ਼ਿਆਂ ਦੀ ਗਿਣਤੀ ਇੰਨੀ ਜਿਆਦਾ ਵੱਧ ਚੁੱਕੀ ਹੈ ਕਿ ਸੜਕ ਤੇ ਹਰ ਵੇਲੇ ਆਟੋ ਵਾਲਿਆਂ ਦੀ ਹੀ ਭੀੜ ਦਿਸਦੀ ਹੈ ਅਤੇ ਆਮ ਵਾਹਨ ਚਾਲਕਾਂ ਲਈ ਸ਼ਹਿਰ ਦੀਆਂ ਸੜਕਾਂ ਤੇ ਆਪਣਾ ਵਾਹਨ ਚਲਾਉਣਾ ਤਕ ਔਖਾ ਹੁੰਦਾ ਜਾ ਰਿਹਾ ਹੈ। ਮੌਜੂਦਾ ਹਾਲਾਤ ਇਹ ਹਨ ਕਿ ਇੱਕ ਪਾਸੇ ਤਾਂ ਇਹ ਆਟੋ ਰਿਕਸ਼ੇ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਦੀ ਬਦਹਾਲੀ ਦਾ ਸਭਤੋਂ ਵੱਡਾ ਕਾਰਨ ਬਣੇ ਹੋਏ ਹਨ ਅਤੇ ਦੂਜੇ ਪਾਸੇ ਪ੍ਰਸ਼ਾਸ਼ਨ ਵਲੋਂ ਇਹਨਾਂ ਆਟੋ ਚਾਲਕਾਂ ਵਲੋਂ ਕੀਤੀ ਜਾਂਦੀ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਦੀ ਇਸ ਕਾਰਵਾਈ ਨੂੰ ਪੂਰੀ ਤਰ੍ਹਾਂ ਅਣਦੇਖਿਆ ਕਰ ਦਿੱਤਾ ਜਾਂਦਾ ਹੈ।
ਸ਼ਹਿਰ ਵਾਸੀ ਇਹ ਵੀ ਸ਼ਿਕਾਇਤ ਕਰਦੇ ਹਨ ਕਿ ਸ਼ਹਿਰ ਦੀ ਦੇਖ ਰੇਖ ਕਰਨ ਵਾਲੇ ਅਦਾਰਿਆਂ ਦੀ ਢਿੱਲੜ ਕਾਰਗੁਜਾਰੀ ਕਾਰਣ ਲੋਕਾਂ ਨੂੰ ਸਾਲਾਂ ਬੱਧੀ ਸਮੱਸਿਆਵਾਂ ਦਾ ਸਾਮ੍ਹਣਾ ਕਰਨਾ ਪੈਂਦਾ ਹੈ ਅਤੇ ਸਾਡੇ ਸ਼ਹਿਰ ਵਿੱਚ ਤੈਨਾਤ ਸਰਕਾਰੀ ਅਧਿਕਾਰੀਆਂ ਬਾਰੇ ਤਾਂ ਇਹ ਆਮ ਧਾਰਨਾ ਬਣ ਚੁੱਕੀ ਹੈ ਕਿ ਇਹ ਅਧਿਕਾਰੀ ਮਨਮਰਜੀ ਨਾਲ ਹੀ ਕੰਮ ਕਰਦੇ ਹਨ ਅਤੇ ਉਹਨਾਂ ਉੱਪਰ ਕਿਸੇ ਵੀ ਗੱਲ ਦਾ ਅਸਰ ਘੱਟ ਹੀ ਪੈਂਦਾ ਹੈ। ਪ੍ਰਸ਼ਾਸ਼ਨ ਵਲੋਂ ਸ਼ਹਿਰ ਵਿੱਚ ਲੋਕਾਂ ਦੀ ਸੁਰਖਿਅਤ ਜਨਤਕ ਆਵਾਜਾਈ ਦਾ ਕੋਈ ਪ੍ਰਬੰਧ ਨਾ ਕੀਤੇ ਜਾਣ ਕਾਰਨ ਸ਼ਹਿਰ ਵਿੱਚ ਚਲਦੇ ਇਹ ਆਟੋ ਰਿਕਸ਼ੇ ਆਮ ਲੋਕਾਂ ਨੂੰ ਇੱਕ ਥਾਂ ਤੋਂ ਦੂਜੀ ਥਾਂ ਤਕ ਲਿਜਾਣ ਦਾ ਇੱਕੋ ਇੱਕ ਜਰੀਆ ਹਨ ਅਤੇ ਸ਼ਾਇਦ ਇਹ ਵੀ ਇੱਕ ਕਾਰਨ ਹੈ ਕਿ ਪ੍ਰਸ਼ਾਸ਼ਨ ਵਲੋਂ ਟ੍ਰੈਫਿਕ ਨਿਯਮਾਂ ਦੀ ਸ਼ਰੇਆਮ ਉਲੰਘਣਾ ਕਰਨ ਵਾਲੇ ਇਹਨਾਂ ਆਟੋ ਰਿਕਸ਼ਿਆਂ ਦੇ ਚਾਲਕਾਂ ਵਿਰੁੱਧ ਕੋਈ ਸਖਤ ਕਾਰਵਾਈ ਤੋਂ ਪਰਹੇਜ ਕੀਤਾ ਜਾਂਦਾ ਹੈ।
ਪਰੰਤੂ ਇਸਦੀ ਸਜਾ ਸ਼ਹਿਰ ਦੇ ਉਹਨਾਂ ਲੋਕਾਂ ਨੂੰ ਬਿਲਕੁਲ ਨਹੀਂ ਦਿੱਤੀ ਜਾ ਸਕਦੀ ਜਿਹੜੇ ਆਪਣੇ ਨਿੱਜੀ ਵਾਹਨਾਂ ਦੀ ਵਰਤੋਂ ਕਰਦੇ ਹਨ ਅਤੇ ਟ੍ਰੈਫਿਕ ਵਿਵਸਥਾ ਦੀ ਬਦਹਾਲੀ ਕਾਰਨ ਬੁਰੀ ਤਰ੍ਹਾਂ ਪਰੇਸ਼ਾਨ ਹੁੰਦੇ ਹਨ। ਸ਼ਹਿਰ ਵਿੱਚ ਚਲਦੇ ਇਹਨਾਂ ਆਟੋ ਰਿਕਸ਼ਿਆਂ ਕਾਰਨ ਪੈਦਾ ਹੋਣ ਵਾਲੀ ਟੈ੍ਰਫਿਕ ਵਿਵਸਥਾ ਦੀ ਇਸ ਬਦਹਾਲੀ ਦੇ ਹਲ ਲਈ ਜਰੂਰੀ ਹੈ ਕਿ ਸਥਾਨਕ ਪ੍ਰਸ਼ਾਸ਼ਨ ਵਲੋਂ ਸ਼ਹਿਰ ਦੀਆਂ ਮੁੱਖ ਸੜਕਾਂ ਦੇ ਕਿਨਾਰੇ ਤੇ ਦੋਵੇਂ ਪਾਸੇ ਆਟੋ ਰਿਕਸ਼ਿਆਂ ਵਾਸਤੇ ਵੱਖਰੀ ਲੇਨ ਬਣਾਈ ਜਾਵੇ ਅਤੇ ਆਟੋ ਚਾਲਕਾਂ ਲਈ ਇਹ ਜਰੂਰੀ ਕੀਤਾ ਜਾਵੇ ਕਿ ਉਹ ਆਪਣਾ ਵਾਹਨ ਇਸ ਵੱਖਰੀ ਲੇਨ ਤੇ ਹੀ ਚਲਾਉਣ ਤਾਂ ਜੋ ਉਹਨਾਂ ਵਲੋਂ ਕੀਤੀ ਜਾਂਦੀ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਦੀ ਕਾਰਵਾਈ ਕਾਰਨ ਸ਼ਹਿਰ ਦੀਆਂ ਮੁੱਖ ਸੜਕਾਂ ਦੀ ਆਵਾਜਾਈ ਤੇ ਕੋਈ ਅਸਰ ਨਾ ਪਵੇ।
ਇਸਦੇ ਨਾਲ ਹੀ ਪ੍ਰਸ਼ਾਸ਼ਨ ਵਲੋਂ ਸ਼ਹਿਰ ਵਾਸੀਆਂ ਦੀ ਜਨਤਕ ਆਵਾਜਾਈ ਦਾ ਪ੍ਰਬੰਧ ਕਰਨ ਲਈ ਸਿਟੀ ਬਸ ਸਰਵਿਸ ਆਰੰਭ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਸ਼ਹਿਰ ਦੀਆਂ ਸੜਕਾਂ ਤੇ ਲਗਾਤਾਰ ਵੱਧਦੀ ਇਹਨਾਂ ਆਟੋ ਰਿਕਸ਼ਆਂ ਦੀ ਗਿਣਤੀ ਤੇ ਕਾਬੂ ਹੋ ਸਕੇ ਅਤੇ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਵਿੱਚ ਸੁਧਾਰ ਹੋਵੇ। ਪ੍ਰਸ਼ਾਸ਼ਨ ਦੀ ਇਹ ਜਿੰਮੇਵਾਰੀ ਬਣਦੀ ਹੈ ਕਿ ਉਹ ਇਸ ਸੰਬੰਧੀ ਤੁਰੰਤ ਲੋੜੀਂਦੀ ਕਾਰਵਾਈ ਕਰੇ ਤਾਂ ਜੋ ਇਹਨਾਂ ਆਟੋ ਚਾਲਕਾਂ ਵਲੋਂ ਸੜਕਾਂ ਤੇ ਕੀਤੀਆਂ ਜਾਂਦੀਆਂ ਆਪਹੁਦਰੀਆਂ ਕਾਰਣ ਆਮ ਲੋਕਾਂ ਨੂੰ ਹੋਣ ਵਾਲੀਆਂ ਮੁਸ਼ਕਿਲਾਂ ਤੋਂ ਛੁਟਕਾਰਾ ਹਾਸਿਲ ਹੋਵੇ।
Editorial
ਕੁਦਰਤ ਨਾਲ ਕੀਤੀ ਛੇੜਛਾੜ ਦੇ ਨਤੀਜੇ ਭੁਗਤ ਰਿਹਾ ਹੈ ਮਨੁੱਖ
ਅਮਰੀਕਾ ਦੇ ਰਾਜ ਕੈਲੀਫੋਰਨੀਆਂ ਦੇ ਜੰਗਲਾਂ ਨੂੰ ਭਿਆਨਕ ਅੱਗ ਲੱਗੀ ਹੋਈ ਹੈ ਜਿਸ ਕਾਰਨ ਕਾਫੀ ਜਿਆਦਾ ਨੁਕਸਾਨ ਹੋਇਆ ਹੈ। ਕੈਲੀਫ਼ੋਰਨੀਆਂ ਦੇ ਜੰਗਲਾਂ ਨੂੰ ਲੱਗੀ ਭਿਆਨਕ ਅੱਗ ਕਾਰਨ ਹੁਣ ਤੱਕ ਘੱਟੋ-ਘੱਟ 24 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਅਤੇ ਕਈ ਜ਼ਖਮੀ ਹੋਏ ਹਨ। ਇਸ ਅੱਗ ਕਾਰਨ ਹੁਣ ਤੱਕ 2,000 ਤੋਂ ਵੱਧ ਇਮਾਰਤਾਂ ਨੂੰ ਨੁਕਸਾਨ ਪਹੁੰਚਿਆ ਹੈ ਅਤੇ ਲਗਭਗ 100,000 ਲੋਕ ਬੇਘਰ ਹੋਏ ਹਨ। ਅੱਗ ਲੱਗਣ ਕਾਰਨ ਇੱਥੇ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਗਈ ਹੈ। ਅੱਗ ਕਾਰਨ ਹੋਏ ਨੁਕਸਾਨ ਦਾ ਅਨੁਮਾਨ 85,000 ਕਰੋੜ ਰੁਪਏ ਤੋਂ ਵੱਧ ਹੈ। ਕਈ ਮਸ਼ਹੂਰ ਹਸਤੀਆਂ ਦੇ ਕਰੋੜਾਂ ਰੁਪਏ ਦੇ ਘਰ ਸੜ ਕੇ ਸੁਆਹ ਹੋ ਗਏ ਹਨ। ਇਸ ਅੱਗ ਵਿੱਚ ਕਈ ਫ਼ਿਲਮੀ ਸਿਤਾਰਿਆਂ ਦੇ ਘਰ ਵੀ ਤਬਾਹ ਹੋ ਗਏ ਹਨ। ਹਾਲਾਂਕਿ ਇਹਨਾਂ ਜੰਗਲਾਂ ਨੂੰ ਲੱਗੀ ਅੱਗ ਦੇ ਕਈ ਕਾਰਨ ਦੱਸੇ ਜਾ ਰਹੇ ਹਨ ਪਰ ਕਿਹਾ ਜਾ ਰਿਹਾ ਹੈ ਕਿ ਮਨੁੱਖ ਅਣਗਹਿਲੀ ਵੀ ਜੰਗਲਾਂ ਨੂੰ ਲੱਗੀ ਅੱਗ ਦਾ ਮੁੱਖ ਕਾਰਨ ਹੋ ਸਕਦੀ ਹੈ।
ਕੁਝ ਲੋਕਾਂ ਨੂੰ ਇਸ ਗੱਲ ਦੀ ਹੈਰਾਨੀ ਹੋ ਰਹੀ ਹੈ ਕਿ ਅਮਰੀਕਾ ਵਿੱਚ ਇਸ ਸਮੇਂ ਕੜਾਕੇ ਦੀ ਠੰਡ ਦਾ ਮੌਸਮ ਚਲ ਰਿਹਾ ਹੈ, ਪਰੰਤੂ ਇਸ ਦੇ ਬਾਵਜੂਦ ਉੱਥੇ ਜੰਗਲਾਂ ਨੂੰ ਅੱਗ ਲੱਗ ਗਈ ਹੈ, ਜਿਸ ਨੇ ਭਿਆਨਕ ਰੂਪ ਧਾਰਨ ਕਰ ਲਿਆ। ਅਮਰੀਕਾ ਦੇ ਇਹਨਾਂ ਜੰਗਲਾਂ ਸਮੇਤ ਹੋਰਨਾਂ ਜੰਗਲਾਂ ਵਿੱਚ ਗਰਮੀਆਂ ਦੇ ਮੌਸਮ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਅਕਸਰ ਵਾਪਰਦੀਆਂ ਹਨ ਪਰ ਸਰਦੀਆਂ ਦੇ ਇਸ ਮੌਸਮ ਵਿੱਚ ਅਮਰੀਕਾ ਦੇ ਜੰਗਲਾਂ ਨੂੰ ਅੱਗ ਲੱਗਣ ਦੀ ਘਟਨਾ ਨੇ ਕਈ ਸਵਾਲ ਖੜੇ ਕਰ ਦਿਤੇ ਹਨ।
ਕੁੱਝ ਬੁੱਧੀਜੀਵੀ ਕਹਿ ਰਹੇ ਹਨ ਕਿ ਜਿਵੇਂ ਜਿਵੇਂ ਮਨੁੱਖ ਵੱਲੋਂ ਕੁਦਰਤ ਨਾਲ ਛੇੜਛਾੜ ਕੀਤੀ ਜਾ ਰਹੀ ਹੈ ਉਵੇਂ ਹੀ ਕੁਦਰਤ ਵੱਲੋਂ ਵੀ ਕਹਿਰ ਬਰਪਾ ਕੀਤਾ ਜਾ ਰਿਹਾ ਹੈ। ਇਸ ਕਰਕੇ ਹੀ ਕਦੇ ਸੁਨਾਮੀ ਆ ਜਾਂਦੀ ਹੈ, ਕਦੇ ਸੋਕਾ ਪੈ ਜਾਂਦਾ ਹੈ ਕਦੇ ਹੜ੍ਹ ਆ ਜਾਂਦੇ ਹਨ ਕਦੇ ਪਹਾੜ ਡਿੱਗ ਪੈਂਦੇ ਹਨ ਅਤੇ ਕਦੇ ਜੰਗਲਾਂ ਨੂੰ ਅੱਗ ਲੱਗ ਜਾਂਦੀ ਹੈ। ਕੁੱਝ ਲੋਕ ਕਹਿੰਦੇ ਹਨ ਕਿ ਅਮਰੀਕਾ ਆਪਣੇ ਆਪ ਨੂੰ ਦੁਨੀਆਂ ਦਾ ਸਭ ਤੋਂ ਤਾਕਤਵਰ ਦੇਸ਼ ਸਮਝਦਾ ਹੈ, ਪਰ ਫਿਰ ਵੀ ਉਥੇ ਜੰਗਲਾਂ ਦੀ ਅੱਗ ਬੁਝਾਉਣ ਵਿੱਚ ਉਹ ਫੇਲ੍ਹ ਹੋ ਗਿਆ ਹੈ, ਜਿਸ ਤੋਂ ਪਤਾ ਚਲ ਜਾਂਦਾ ਹੈ ਕਿ ਕੁਦਰਤ ਦੇ ਕਹਿਰ ਅੱਗੇ ਕਿਸੇ ਦਾ ਜੋਰ ਨਹੀਂ ਚੱਲਦਾ।
ਇਸ ਵੇਲੇ ਪੂਰੀ ਦੁਨੀਆਂ ਵਿੱਚ ਹੀ ਮਨੁੱਖ ਵੱਲੋਂ ਕੁਦਰਤ ਨਾਲ ਛੇੜਛਾੜ ਕੀਤੀ ਜਾ ਰਹੀ ਹੈ ਅਤੇ ਕੁਦਰਤੀ ਸਰੋਤਾਂ ਨੂੰ ਖਤਮ ਕੀਤਾ ਜਾ ਰਿਹਾ ਹੈ, ਜਿਸ ਦੇ ਭਿਆਨਕ ਸਿੱਟੇ ਵੀ ਸਾਹਮਣੇ ਆ ਰਹੇ ਹਨ। ਦੁਨੀਆਂ ਦੇ ਵੱਡੀ ਗਿਣਤੀ ਦੇਸ਼ ਪੀਣ ਵਾਲੇ ਪਾਣੀ ਨੂੰ ਤਰਸ ਰਹੇ ਹਨ ਅਤੇ ਕਈ ਦੇਸ਼ਾਂ ਵਿੱਚ ਅਨਾਜ ਦੀ ਘਾਟ ਵੀ ਵੇਖਣ ਨੂੰ ਮਿਲ ਰਹੀ ਹੈ। ਰੂਸ ਅਤੇ ਯੂਕ੍ਰੇਨ ਅਤੇ ਇਜ਼ਰਾਇਲ ਫਲਸਤੀਨ ਜੰਗ ਨੇ ਵੀ ਦੁਨੀਆਂ ਦਾ ਬਹੁਤ ਨੁਕਸਾਨ ਕੀਤਾ ਹੈ। ਇਹਨਾਂ ਜੰਗਾਂ ਦੇ ਭਿਆਨਕ ਨਤੀਜੇ ਅਜੇ ਪੂਰੀ ਤਰ੍ਹਾਂ ਸਾਹਮਣੇ ਆਉਣੇ ਬਾਕੀ ਹਨ।
ਵਿਗਿਆਨੀ ਕਹਿ ਰਹੇ ਹਨ ਕਿ ਅਮਰੀਕਾ ਵਿੱਚ ਇਸ ਵਾਰ ਬਰਸਾਤਾਂ ਦੇ ਮੌਸਮ ਵਿੱਚ ਬਰਸਾਤਾਂ ਘੱਟ ਪਈਆਂ ਹਨ ਅਤੇ ਵਾਤਾਵਰਣ ਵਿੱਚ ਨਮੀ ਦੀ ਘਾਟ ਹੈ, ਜਿਸ ਕਾਰਨ ਵੀ ਜੰਗਲਾਂ ਨੂੰ ਅੱਗ ਲੱਗ ਸਕਦੀ ਹੈ। ਇਸ ਤੋਂ ਇਲਾਵਾ ਅਮਰੀਕਾ ਵਿਚ ਚਲਦੀਆਂ ਤੇਜ ਹਵਾਵਾਂ ਕਾਰਨ ਵੀ ਇਹ ਅੱਗ ਬਹੁਤ ਤੇਜੀ ਨਾਲ ਫੈਲੀ ਹੈ। ਕਹਿਣ ਦਾ ਭਾਵ ਇਹ ਹੈ ਕਿ ਕੁਦਰਤ ਅੱਗੇ ਕਿਸੇ ਵੀ ਮਹਾਂਸ਼ਕਤੀ ਦੀ ਕੋਈ ਔਕਾਤ ਨਹੀਂ ਹੈ, ਜਿਸ ਦਾ ਸਬੂਤ ਜੰਗਲਾਂ ਦੀ ਅੱਗ ਅੱਗੇ ਅਮਰੀਕਾ ਦਾ ਬੇਵੱਸ ਹੋਣਾ ਹੈ। ਜੇ ਮਨੁੱਖ ਹੁਣੇ ਵੀ ਨਾ ਸੰਭਲਿਆ ਅਤੇ ਉਸ ਨੇ ਕੁਦਰਤ ਨਾਲ ਛੇੜਛਾੜ ਜਾਰੀ ਰੱਖੀ ਤਾਂ ਇਸ ਦੇ ਨਤੀਜੇ ਭੁਗਤਣ ਲਈ ਵੀ ਉਸ ਨੂੰ ਤਿਆਰ ਰਹਿਣਾ ਚਾਹੀਦਾ ਹੈ।
ਬਿਊਰੋ
Editorial
ਮੁਹਾਲੀ ਵਾਸੀਆਂ ਲਈ ਗੰਭੀਰ ਸਮੱਸਿਆ ਬਣ ਗਏ ਹਨ ਆਵਾਰਾ ਕੁੱਤੇ
ਆਏ ਦਿਨ ਵਾਪਰ ਰਹੀਆਂ ਹਨ ਲੋਕਾਂ ਨੂੰ ਕੱਟਣ ਦੀਆਂ ਸਮੱਸਿਆਵਾਂ
ਮੁਹਾਲੀ ਸ਼ਹਿਰ ਵਿੱਚ ਆਵਾਰਾ ਕੁੱਤਿਆਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸ ਕਾਰਨ ਇਹ ਆਵਾਰਾ ਕੁੱਤੇ ਗੰਭੀਰ ਸਮੱਸਿਆ ਬਣ ਗਏ ਹਨ। ਇਹਨਾਂ ਕੁੱਤਿਆਂ ਵੱਲੋਂ ਅਕਸਰ ਹੀ ਲੋਕਾਂ ਨੂੰ ਕੱਟਣ ਦੀਆਂ ਘਟਨਾਵਾਂ ਸਾਮ੍ਹਣੇ ਆਉਂਦੀਆਂ ਹਨ ਪਰੰਤੂ ਆਵਾਰਾ ਕੁੱਤਿਆਂ ਦੀ ਗਿਣਤੀ ਤੇ ਕਾਬੂ ਪਾਉਣ ਲਈ ਪ੍ਰਸ਼ਾਸਨ ਵੱਲੋਂ ਕੋਈ ਠੋਸ ਉਪਰਾਲਾ ਨਹੀਂ ਕੀਤਾ ਜਾ ਰਿਹਾ। ਇਸ ਦੌਰਾਨ ਪ੍ਰਸ਼ਾਸਨ ਵੱਲੋਂ ਪਿਛਲੇ ਸਮੇਂ ਦੌਰਾਨ ਚਲਾਈ ਕੁੱਤਿਆਂ ਦੀ ਨਸਬੰਦੀ ਸਕੀਮ ਦਾ ਜੋ ਹਾਲ ਹੋਇਆ ਹੈ, ਉਹ ਸਭ ਦੇ ਸਾਹਮਣੇ ਹੈ।
ਬੀਤੇ ਦਿਨ ਮੁਹਾਲੀ ਦੇ ਫੇਜ਼ 2 ਵਿੱਚ ਇੱਕ ਆਵਾਰਾ ਕੁੱਤੇ ਵਲੋਂ 11 ਸਾਲ ਦੇ ਇੱਕ ਬੱਚੇ ਨੂੰ ਕੱਟਣ ਦੀ ਘਟਨਾ ਵਾਪਰੀ ਹੈ। ਇਸ ਤੋਂ ਪਹਿਲਾਂ ਵੀ ਆਵਾਰਾ ਕੁੱਤੇ ਅਨੇਕਾਂ ਲੋਕਾਂ ਨੂੰ ਕੱਟ ਚੁੱਕੇ ਹਨ। ਆਵਾਰਾ ਕੁੱਤਿਆਂ ਦੇ ਕੱਟਣ ਤੋਂ ਬਾਅਦ ਪੀੜਤ ਬੱਚੇ ਜਾਂ ਵਿਅਕਤੀ ਨਾਲ ਜੋ ਬੀਤਦੀ ਹੈ, ਇਹ ਪੀੜਤ ਹੀ ਜਾਣਦੇ ਹਨ।
ਮੁਹਾਲੀ ਵਿੱਚ ਆਵਾਰਾ ਕੁੱਤਿਆਂ ਦੀ ਗਿਣਤੀ ਇੰਨੀ ਜਿਆਦਾ ਵੱਧ ਗਈ ਹੈ, ਕਿ ਇਹ ਆਵਾਰਾ ਕੁੱਤੇ ਹਰ ਗਲੀ ਮੁਹੱਲੇ ਵਿੱਚ ਝੁੰਡਾਂ ਦੇ ਰੂਪ ਵਿੱਚ ਘੁੰਮ ਰਹੇ ਹਨ। ਇਹਨਾਂ ਆਵਾਰਾ ਕੁੱਤਿਆਂ ਨੇ ਆਪਣੇ ਇਲਾਕੇ ਵੀ ਵੰਡੇ ਹੋਏ ਹਨ ਅਤੇ ਜੇ ਕੋਈ ਕੁੱਤਾ ਆਪਣਾ ਇਲਾਕਾ ਛੱਡ ਕੇ ਦੂਜੇ ਇਲਾਕੇ ਵਿੱਚ ਜਾਂਦਾ ਹੈ ਤਾਂ ਉਸ ਉਪਰ ਦੂਜੇ ਇਲਾਕੇ ਦੇ ਕੁੱਤੇ ਹਮਲਾ ਕਰ ਦਿੰਦੇ ਹਨ। ਅਕਸਰ ਇਹ ਕੁੱਤੇ ਆਪਸ ਵਿੱਚ ਲੜਦੇ ਵੀ ਰਹਿੰਦੇ ਹਨ ਅਤੇ ਇੱਕ ਦੂਜੇ ਨੂੰ ਕੱਟਦੇ ਵੀ ਰਹਿੰਦੇ ਹਨ। ਇਸ ਤੋਂ ਇਲਾਵਾ ਅਨੇਕਾਂ ਕੁੱਤੇ ਰਾਤ ਸਮੇਂ ਰੋਂਦੇ ਵੀ ਰਹਿੰਦੇ ਹਨ, ਜਿਸ ਕਾਰਨ ਅੰਧਵਿਸਵਾਸੀ ਲੋਕਾਂ ਨੂੰ ਡਰ ਲੱਗਣ ਲੱਗ ਜਾਂਦਾ ਹੈ। ਕਈ ਵਾਰ ਸਾਰੀ ਰਾਤ ਹੀ ਆਵਾਰਾ ਕੁੱਤਿਆਂ ਦੀ ਆਪਸ ਵਿੱਚ ਲੜਾਈ ਜਾਰੀ ਰਹਿੰਦੀ ਹੈ, ਜਿਸ ਕਾਰਨ ਲੋਕਾਂ ਦੀ ਨੀਂਦ ਖਰਾਬ ਹੁੰਦੀ ਹੈ।
ਇਹ ਕੁੱਤੇ ਆਵਾਜਾਈ ਵਿੱਚ ਵੀ ਵਿਘਨ ਪਾਉਂਦੇ ਹਨ ਅਤੇ ਇਹਨਾਂ ਕਾਰਨ ਅਕਸਰ ਹਾਦਸੇ ਵੀ ਵਾਪਰਦੇ ਹਨ। ਇਹ ਕੁੱਤੇ ਹਰ ਵਾਹਨ ਦੇ ਪਿੱਛੇ ਭੱਜਣ ਦਾ ਯਤਨ ਕਰਦੇ ਹਨ, ਜਿਸ ਕਾਰਨ ਅਕਸਰ ਦੋ ਪਹੀਆ ਵਾਹਨ ਚਾਲਕ ਆਪਣੇ ਵਾਹਨ ਨੂੰ ਇੱਕਦਮ ਤੇਜ ਕਰਦੇ ਹਨ ਅਤੇ ਇਸ ਦੌਰਾਨ ਜਦੋਂ ਵਾਹਨ ਉਹਨਾਂ ਦੇ ਕਾਬੂ ਤੋਂ ਬਾਹਰ ਹੋ ਜਾਂਦਾ ਹੈ ਤਾਂ ਹਾਦਸੇ ਵਾਪਰ ਜਾਂਦੇ ਹਨ।
ਇਹਨਾਂ ਆਵਾਰਾ ਕੁੱਤਿਆਂ ਦੀ ਦਹਿਸ਼ਤ ਸਿਰਫ ਮੁਹਾਲੀ ਤਕ ਹੀ ਸੀਮਿਤ ਨਹੀਂ ਹੈ, ਬਲਕਿ ਪੰਜਾਬ ਦੇ ਹੋਰਨਾਂ ਇਲਾਕਿਆਂ ਵਿੱਚ ਵੀ ਆਵਾਰਾ ਕੁੱਤਿਆਂ ਨੇ ਦਹਿਸ਼ਤ ਫੈਲਾਈ ਹੋਈ ਹੈ। ਕੁਝ ਦਿਨ ਪਹਿਲਾਂ ਮੁਲਾਂਪੁਰ ਦਾਖਾਂ ਨੇੜੇ ਇੱਕ ਬੱਚੇ ਨੂੰ ਆਵਾਰਾ ਕੁੱਤਿਆਂ ਨੇ ਨੋਚ ਨੋਚ ਕੇ ਮਾਰ ਦਿਤਾ ਸੀ। ਇਸ ਤੋਂ ਇਲਾਵਾ ਹੋਰ ਵੀ ਕਈ ਇਲਾਕਿਆਂ ਵਿੱਚ ਬੱਚਿਆਂ ਅਤੇ ਬਾਲਗਾਂ ਉਪਰ ਆਵਾਰਾ ਕੁੱਤੇ ਹਮਲੇ ਕਰ ਚੁੱਕੇ ਹਨ ਅਤੇ ਸਿਰਫ ਮੁਹਾਲੀ ਨਹੀਂ ਬਲਕਿ ਪੂਰੇ ਪੰਜਾਬ ਵਿੱਚ ਹੀ ਆਵਾਰਾ ਕੁੱਤਿਆਂ ਦੀ ਸਮੱਸਿਆ ਗੰਭੀਰ ਹੋ ਗਈ ਹੈ। ਮੁਹਾਲੀ ਵਿੱਚ ਤਾਂ ਇਹ ਹਾਲ ਹੋ ਗਿਆ ਹੈ ਕਿ ਜੇ ਕੋਈ ਵਿਅਕਤੀ ਕਿਸੇ ਅਵਾਰਾ ਕੁੱਤੇ ਦੇ ਸੋਟੀ ਜਾਂ ਡੰਡਾ ਮਾਰ ਦਿੰਦਾ ਹੈ ਜਾਂ ਆਵਾਰਾ ਕੁੱਤਿਆਂ ਦੇ ਕਤੂਰਿਆਂ ਨੂੰ ਚੁੱਕ ਕੇ ਦੂਰ ਛੱਡ ਆਉਂਦਾ ਹੈ ਤਾਂ ਤੁਰੰਤ ਕੁੱਤਾ ਪ੍ਰੇਮੀ ਸਰਗਰਮ ਹੋ ਜਾਂਦੇ ਹਨ ਅਤੇ ਕੁੱਤਿਆਂ ਦੇ ਡੰਡਾ ਮਾਰਨ ਵਾਲੇ ਵਿਰੁੱਧ ਪੁਲੀਸ ਕੋਲ ਸ਼ਿਕਾਇਤ ਵੀ ਕਰਦੇ ਹਨ ਅਤੇ ਹੋਰ ਵੀ ਕਈ ਥਾਵਾਂ ਤੇ ਸ਼ਿਕਾਇਤਾਂ ਕਰਦੇ ਹਨ, ਜਿਸ ਕਾਰਨ ਆਮ ਲੋਕ ਆਵਾਰਾ ਕੁੱਤਿਆਂ ਨੂੰ ਡੰਡਾ ਮਾਰਨ ਤੋਂ ਵੀ ਡਰਨ ਲੱਗ ਪਏ ਹਨ।
ਪ੍ਰਸ਼ਾਸ਼ਨ ਦੀ ਜਿੰਮੇਵਾਰੀ ਬਣਦੀ ਹੈ ਕਿ ਆਮ ਲੋਕਾਂ ਨੂੰ ਆਵਾਰਾ ਕੁੱਤਿਆਂ ਦੀ ਗੰਭੀਰ ਹੋ ਰਹੀ ਸਮੱਸਿਆ ਤੇ ਕਾਬੂ ਕੀਤਾ ਜਾਵੇ ਤਾਂ ਜੋ ਆਮ ਲੋਕਾਂ ਨੂੰ ਰਾਹਤ ਮਿਲੇ।
ਬਿਊਰੋ
-
Horscope2 months ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
-
Mohali2 months ago
ਅਨੁਸੂਚਿਤ ਜਾਤੀ ਦੀਆਂ ਮੁਸ਼ਕਿਲਾਂ ਨੂੰ ਲੈ ਕੇ ਐਸਸੀ ਬੀਸੀ ਮੋਰਚੇ ਦੇ ਆਗੂਆਂ ਦਾ ਵਫਦ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਮਿਲਿਆ
-
National2 months ago
ਏਕਨਾਥ ਸ਼ਿੰਦੇ ਵੱਲੋਂ ਦਿੱਤਾ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ
-
Horscope2 months ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
-
Mohali2 months ago
ਸ਼ਹਿਰ ਨੂੰ ਸਫਾਈ ਪੱਖੋਂ ਬਿਹਤਰ ਬਣਾਉਣ ਲਈ ਨਿਵਾਸੀਆਂ ਦਾ ਸਹਿਯੋਗ ਜਰੂਰੀ : ਟੀ ਬੈਨਿਥ
-
Mohali1 month ago
ਮੁਹਾਲੀ ਪੁਲੀਸ ਵੱਲੋਂ 150 ਗ੍ਰਾਮ ਹੈਰੋਇਨ ਸਮੇਤ 1 ਸਮਗਲਰ ਕਾਬੂ
-
National1 month ago
ਦੋ ਕਾਰਾਂ ਦੀ ਟੱਕਰ ਦੌਰਾਨ 5 ਵਿਦਿਆਰਥੀਆਂ ਸਮੇਤ 7 ਵਿਅਕਤੀਆਂ ਦੀ ਮੌਤ
-
National2 months ago
ਈ ਡੀ ਵੱਲੋਂ ਕੋਲਕਾਤਾ ਅਤੇ ਆਸਪਾਸ ਚਾਰ ਟਿਕਾਣਿਆਂ ਤੇ ਛਾਪੇਮਾਰੀ