Connect with us

Mohali

ਮੁੱਖ ਮੰਤਰੀ ਦੀਆਂ ਫੋਟੋਆਂ ਵਾਲੇ ਬੈਨਰਾਂ ਅਤੇ ਹੋਰਡਿੰਗਾਂ ਨਾਲ ਖਤਮ ਨਹੀਂ ਹੁੰਦੇ ਲੋਕਾਂ ਦੇ ਮਸਲੇ

Published

on

 

 

ਪੰਜਾਬ ਦੀ ਸੱਤਾ ਤੇ ਕਾਬਜ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੇ ਢਾਈ ਸਾਲ ਪੂਰੇ ਹੋਣ ਜਾ ਰਹੇ ਹਨ ਅਤੇ ਇਸ ਦੌਰਾਨ ਸੂਬੇ ਦੀ ਸੱਤਾਧਾਰੀ ਪਾਰਟੀ ਦੇ ਆਗੂਆਂ ਵਲੋਂ ਪੰਜਾਬ ਦੇ ਲੋਕਾਂ ਨੂੰ ਸਾਫ ਸੁਥਰਾ ਅਤੇ ਪਾਰਦਰਸ਼ੀ ਪ੍ਰਸ਼ਾਸ਼ਨ ਮੁਹਈਆ ਕਰਵਾਉਣ ਦੇ ਲੰਬੇ ਚੌੜੇ ਦਾਅਵੇ ਵੀ ਕੀਤੇ ਜਾਂਦੇ ਰਹੇ ਹਨ, ਪਰੰਤੂ ਸੂਬੇ ਦੇ ਵਸਨੀਕ ਸਰਕਾਰ ਦੀ ਹੁਣ ਤਕ ਦੀ ਕਾਰਗੁਜਾਰੀ ਤੋਂ ਕਾਫੀ ਹੱਦ ਤਕ ਅਸੰਤੁਸ਼ਟ ਦਿਖਦੇ ਹਨ ਅਤੇ ਆਮ ਲੋਕਾਂ ਨੂੰ ਸਰਕਾਰ ਦੇ ਕੰਮ ਕਰਨ ਦੇ ਤਰੀਕੇ ਵਿੱਚ ਕੋਈ ਬਦਲਾਅ ਨਜਰ ਨਹੀਂ ਆਉਂਦਾ। ਇਹ ਗੱਲ ਹੋਰ ਹੈ ਕਿ ਪੰਜਾਬ ਭਰ ਵਿੱਚ ਮੁੱਖ ਮੰਤਰੀ ਦੀਆਂ ਫੋਟੋਆਂ ਵਾਲੇ ਵੱਡੇ ਹੋਰਡਿੰਗ ਲਗਾ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਦਾਅਵਿਆਂ ਦੇ ਸੋਹਲੇ ਜਰੂਰ ਗਾਏ ਜਾ ਰਹੇ ਹਨ।

ਆਮ ਲੋਕਾਂ ਦੀ ਮੰਨੀਏ ਤਾਂ ਉਹਨਾਂ ਨੂੰ ਸਰਕਾਰ ਦੇ ਇਹ ਤਮਾਮ ਐਲਾਨ ਪੂਰੀ ਤਰ੍ਹਾਂ ਖੋਖਲੇ ਲੱਗਦੇ ਹਨ ਅਤੇ ਵਿਰੋਧੀ ਪਾਰਟੀਆਂ ਵਲੋਂ ਤਾਂ ਇਸ ਸਰਕਾਰ ਨੂੰ ਐਲਾਨਵੰਤ ਸਰਕਾਰ ਦਾ ਦਰਜਾ ਦਿੱਤਾ ਜਾ ਚੁੱਕਿਆ ਰਿਹਾ ਹੈ। ਇਸ ਦੌਰਾਨ ਪੰਜਾਬ ਸਰਕਾਰ ਵਲੋਂ ਵੱਡੇ ਪੱਧਰ ਤੇ ਇਸ਼ਤਿਹਾਰਬਾਜੀ ਕੀਤੀ ਜਾ ਰਹੀ ਹੈ ਅਤੇ ਅਤੇ ਸਰਕਾਰ ਦਾ ਲੋਕ ਸੰਪਰਕ ਵਿਭਾਗ ਇਸੇ ਕੰਮ ਵਿੱਚ ਰੁੱਝਿਆ ਨਜਰ ਆਉਂਦਾ ਹੈ। ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਤਾਂ ਆਪਣੇ ਘਰਾਂ ਅਤੇ ਦਫਤਰਾਂ ਦੇ ਬਾਹਰ ਵੀ ਮੁੱਖ ਮੰਤਰੀ ਦੀ ਫੋਟੋ ਵਾਲੇ ਵੱਡੇ ਵੱਡੇ ਬੋਰਡ ਲਗਾ ਕੇ ਰੱਖੇ ਗਏ ਹਨ। ਵਿਰੋਧੀ ਪਾਰਟੀਆਂ ਦੇ ਆਗੂ ਦੋਸ਼ ਲਗਾਉਂਦੇ ਹਨ ਸੱਤਾਧਾਰੀ ਆਗੂਆਂ ਨੂੰ ਆਮ ਲੋਕਾਂ ਦੇ ਮਸਲੇ ਨਜਰ ਨਹੀਂ ਆਉਂਦੇ ਬਲਕਿ ਉਹ ਤਾਂ ਸਿਰਫ ਵੱਡੇ ਵੱਡੇ ਬੋਰਡ ਅਤੇ ਬੈਨਰ ਲਗਾਉਣ ਵਿਚ ਹੀ ਰੁੱਝੇ ਹੋਏ ਹਨ, ਜਿਹਨਾਂ ਵਿੱਚ ਉਹ ਮੁੱਖ ਮੰਤਰੀ ਦੇ ਵੱਡੇ ਚਿਹਰੇ ਦੇ ਨਾਲ ਆਪਣੀਆਂ ਫੋਟੋਆਂ ਵੀ ਛਾਪ ਲੈਂਦੇ ਹਨ।

ਹਾਲਾਂਕਿ ਸਰਕਾਰਾਂ ਵਲੋਂ ਮੁੱਖ ਮੰਤਰੀ ਦੀ ਫੋਟੋ ਨਾਲ ਪ੍ਰਚਾਰ ਕਰਨ ਦਾ ਇਹ ਰੁਝਾਨ ਨਵਾਂ ਨਹੀਂ ਹੈ ਬਲਕਿ ਇਸਤੋਂ ਪਹਿਲਾਂ ਦੀਆਂ ਸਰਕਾਰਾਂ ਵਲੋਂ ਵੀ ਸਰਕਾਰੀ ਪੈਸੇ ਦੇ ਜੋਰ ਤੇ ਆਪਣਾ ਪ੍ਰਚਾਰ ਕੀਤਾ ਜਾਂਦਾ ਰਿਹਾ ਹੈ ਪਰੰਤੂ ਆਮ ਆਦਮੀ ਪਾਰਟੀ ਦੀ ਸਰਕਾਰ ਤਾਂ ਬਦਲਾਅ ਦੇ ਨਾਹਰੇ ਅਤੇ ਲੋਕਾਂ ਦੇ ਮਸਲੇ ਹਲ ਕਰਨ ਦੇ ਵਾਇਦਿਆਂ ਨਾਲ ਸੱਤਾ ਵਿੱਚ ਆਈ ਹੈ ਅਤੇ ਲੋਕਾਂ ਨੇ ਉਸਦੇ ਦਾਅਵਿਆਂ ਅਤੇ ਵਾਇਦਿਆਂ ਤੇ ਭਰੋਸਾ ਕਰਕ ਉਸਨੂੰ ਸੱਤਾ ਸੰਭਾਲੀ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਜਿਹੜੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਸਰਕਾਰ ਵਲੋਂ ਇਸ ਤਰੀਕੇ ਨਾਲ ਕੀਤੇ ਜਾਂਦੇ ਮੁੱਖ ਮੰਤਰੀ ਦੀਆਂ ਫੋਟੋਆਂ ਰਾਂਹੀ ਕੀਤੇ ਜਾਣ ਵਾਲੇ ਪ੍ਰਚਾਰ ਨੂੰ ਆਮ ਲੋਕਾਂ ਤੋਂ ਇਕੱਠੇ ਕੀਤੇ ਜਾਂਦੇ ਟੈਕਸਾਂ ਦੇ ਪੈਸੇ ਦੀ ਬਰਬਾਦੀ ਕਿਹਾ ਕਰਦੇ ਸੀ, ਇਸ਼ਤਿਹਾਰਬਾਜੀ ਦੀ ਇਸ ਹੋੜ ਵਿੱਚ ਹੋਰਨਾਂ ਪਾਰਟੀਆਂ ਨੂੰ ਬਹੁਤ ਪਿੱਛੇ ਛੱਡ ਗਏ ਹਨ।

ਲੋਕ ਅਕਸਰ ਸਵਾਲ ਕਰਦੇ ਹਨ ਕਿ ਬਦਲਾਅ ਦਾ ਨਾਹਰਾ ਦੇਣ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੇ ਮਸਲੇ ਹਲ ਕਰਨ ਲਈ ਕੰਮ ਕਰਨ ਦੀ ਥਾਂ ਪਿਛਲੀਆਂ ਸਰਕਾਰਾਂ ਵਾਂਗ ਪ੍ਰਚਾਰ ਦੇ ਰਾਹ ਕਿਉਂ ਪੈ ਗਈ ਹੈ। ਸੂਬੇ ਵਿੱਚ ਦਿਨੋਂ ਦਿਨ ਵੱਧ ਰਹੀ ਮਹਿੰਗਾਈ, ਬੇਰੁਜਗਾਰੀ, ਲਗਾਤਾਰ ਮਹਿੰਗੀ ਹੁੰਦੀ ਸਿਖਿਆ ਅਤੇ ਮਹਿੰਗਾ ਇਲਾਜ ਪੰਜਾਬੀਆਂ ਦੇ ਮੁੱਖ ਮਸਲੇ ਹਨ ਪਰ ਪਿਛਲੀਆਂ ਸਰਕਾਰਾਂ ਵਾਂਗ ਮੌਜੂਦਾ ਸਰਕਾਰ ਵੀ ਇਹਨਾਂ ਮਸਲਿਆਂ ਨੂੰ ਹੱਲ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਮੌਜੂਦਾ ਸਰਕਾਰ ਵਲੋਂ ਭਾਵੇਂ ਥਾਂ ਥਾਂ ਤੇ ਵੱਡੇ ਬੈਨਰ ਅਤੇ ਹੋਰਡਿੰਗ ਲਗਾ ਕੇ ਵੱਡੇ ਵੱਡੇ ਐਲਾਨ (ਅਤੇ ਦਾਅਵੇ) ਕੀਤੇ ਜਾ ਰਹੇ ਹਨ, ਪਰੰਤੂ ਅਸਲੀਅਤ ਇਹੀ ਹੈ ਕਿ ਆਮ ਲੋਕਾਂ ਦੇ ਉਪਰੋਕਤ ਵੱਡੇ ਮਸਲੇ ਉਸੇ ਤਰ੍ਹਾਂ ਲਮਕ ਰਹੇ ਹਨ। ਪਿਛਲੀਆਂ ਸਰਕਾਰਾਂ ਅਤੇ ਮੌਜੂਦਾ ਸਰਕਾਰ ਵਿੱਚ ਇੰਨਾ ਫਰਕ ਜਰੂਰ ਹੈ ਕਿ ਇਸ ਸਰਕਾਰ ਨੇ ਆਪਣੇ ਦਾਅਵਿਆਂ ਵਿੱਚ ਇਹ ਸਾਰੇ ਮਸਲੇ ਹਲ ਕਰ ਦਿੱਤੇ ਹਨ ਜਦੋਂਕਿ ਅਸਲੀਅਤ ਇਹੀ ਹੈ ਕਿ ਸਰਕਾਰ ਦੇ ਇਹ ਤਮਾਮ ਦਾਅਵੇ ਹਵਾ ਹਵਾਹ ਹੀ ਹਨ ਅਤੇ ਲੋਕਾਂ ਨੂੰ ਆਪਣੇ ਮਸਲਿਆਂ ਦੇ ਹਲ ਲਈ ਸੜਕਾਂ ਤੇ ਆ ਕੇ ਪ੍ਰਦਰਸ਼ਨ ਕਰਨੇ ਪੈ ਰਹੇ ਹਨ।

ਹਰ ਸਰਕਾਰ ਨੂੰ ਹੱਕ ਹੁੰਦਾ ਹੈ ਕਿ ਉਹ ਆਪਣੀਆਂ ਪ੍ਰਾਪਤੀਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਉਹਨਾਂ ਦਾ ਲੋੜੀਂਦਾ ਪ੍ਰਚਾਰ ਕਰੇ ਪਰੰਤੂ ਇੱਥੇ ਤਾਂ ਸਿਰਫ ਐਲਾਨ, ਦਾਅਵੇ ਅਤੇ ਪ੍ਰਚਾਰ ਹੀ ਦਿਖ ਰਿਹਾ ਹੈ ਅਤੇ ਜਮੀਨੀ ਹਾਲਾਤ ਵਿੱਚ ਕੋਈ ਸੁਧਾਰ ਨਹੀਂ ਹੋਇਆ ਹੈ। ਸ਼ਾਇਦ ਸਾਡੇ ਇਹ ਸੱਤਾਧਾਰੀ ਆਗੂ ਇਹ ਸਮਝਦੇ ਹਨ ਕਿ ਉਹ ਆਪਣੇ ਇਹਨਾਂ ਫੋਕੇ ਦਾਅਵਿਆਂ ਅਤੇ ਝੂਠੇ ਐਲਾਨਾਂ ਦਾ ਪ੍ਰਚਾਰ ਕਰਕੇ ਦੇਸ਼ ਦੀ ਜਨਤਾ ਨੂੰ ਗੁੰਮਰਾਹ ਕਰ ਸਕਦੇ ਹਨ। ਜੇਕਰ ਅਜਿਹਾ ਹੈ ਤਾਂ ਫਿਰ ਸੱਤਾਧਾਰੀਆਂ ਦੀ ਬਹੁਤ ਵੱਡੀ ਗਲਤਫਹਿਮੀ ਹੈ ਅਤੇ ਅਜਿਹੇ ਦਾਅਵਿਆਂ ਨਾਲ ਉਹ ਆਮ ਜਨਤਾ ਨੂੰ ਧੋਖਾ ਨਹੀਂ ਦੇ ਸਕਦੇ। ਵੱਡੇ ਬੋਰਡਾਂ ਅਤੇ ਬੈਨਰਾਂ ਤੇ ਆਪਣੀ ਫੋਟੋ ਲਗਾ ਕੇ ਮੁੱਖ ਮੰਤਰੀ ਖੁਦ ਨੂੰ ਤਾਂ ਖੁਸ਼ ਕਰ ਸਕਦੇ ਹਨ ਪਰੰਤੂ ਜਨਤਾ ਦੀ ਤਸੱਲੀ ਲਈ ਤਾਂ ਅਸਲ ਵਿੱਚ ਕੰਮ ਕਰਕੇ ਵਿਖਾਉਣਾ ਹੀ ਪੈਣਾ ਹੈ ਇਸ ਲਈ ਸਰਕਾਰ ਨੂੰ ਆਮ ਲੋਕਾਂ ਦੀ ਭਲਾਈ ਲਈ ਠੋਸ ਉਪਰਾਲੇ ਕਰਨੇ ਚਾਹੀਦੇ ਹਨ।

Continue Reading

Mohali

ਸੈਕਟਰ 74 ਅਤੇ ਸੈਕਟਰ 91 ਵਿੱਚ ਰੋਜ ਲਗਾਈ ਜਾਂਦੀ ਹੈ ਕੂੜੇ ਨੂੰ ਅੱਗ : ਰਾਮਦੀਪ ਕੌਰ

Published

on

By

ਜਹਿਰੀਲੀ ਹਵਾ ਕਾਰਨ ਲੋਕ ਹੋ ਰਹੇ ਹਨ ਬਿਮਾਰ

ਐਸ ਏ ਐਸ ਨਗਰ, 18 ਅਪ੍ਰੈਲ (ਸ.ਬ.) ਨਗਰ ਨਿਗਮ ਵਲੋਂ ਸ਼ਹਿਰ ਵਿੱਚ ਵੱਖ ਵੱਖ ਥਾਵਾਂ ਤੇ ਲਗਾਏ ਜਾਂਦੇ ਕੂੜੇ ਦੇ ਢੇਰ ਨੂੰ ਅੱਗ ਲਗਾਏ ਜਾਣ ਦੀ ਕਾਰਵਾਈ ਕਾਰਨ ਸ਼ਹਿਰ ਦਾ ਵਾਤਾਵਰਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਇਸ ਦੌਰਾਨ ਸੈਕਟਰ 74 ਵਿੱਚ ਪੁਰਾਣੇ ਡੰਪਿਗ ਮੈਦਾਨ ਵਾਲੀ ਥਾਂ ਦੇ ਨਾਲ ਅਤੇ ਸੈਕਟਰ 90-91 ਵਿੱਚ ਜਲ ਬੋਰਡ ਦੇ ਨੇੜੇ ਦੀ ਖਾਲੀ ਜਮੀਨ ਤੇ ਕੂੜਾ ਸੁੱਟਣ ਅਤੇ ਫਿਰ ਕੂੜੇ ਨੂੰ ਅੱਗ ਲਗਾਏ ਜਾਣ ਕਾਰਨ ਸਥਾਨਕ ਵਸਨੀਕਾਂ ਨੂੰ ਭਾਰੀ ਪਰੇਸ਼ਾਨੀ ਸਹਿਣੀ ਪੈ ਰਹੀ ਹੈ।

ਇੱਥੇ ਜਿਕਰਯੋਗ ਹੈ ਕਿ ਸੈਕਟਰ 74 ਏ ਦੇ ਨਾਲ ਲੱਗਦੀ ਥਾਂ ਵਿੱਚ ਪਹਿਲਾਂ ਸਾਰੇ ਸ਼ਹਿਰ ਦਾ ਕੂੜਾ ਇਕੱਠਾ ਕਰਨ ਲਈ ਡੰਪਿੰਗ ਯਾਰਡ ਬਣਿਆ ਸੀ ਅਤੇ ਇਸ ਥਾਂ ਤੇ ਲੱਗਦੇ ਗੰਦਗੀ ਦੇ ਢੇਰਾਂ ਤੋਂ ਉਠਦੀ ਬਦਬੂ ਕਾਰਨ ਸਥਾਨਕ ਵਸਨੀਕ ਪਰੇਸ਼ਾਨ ਰਹਿੰਦੇ ਸਨ। ਇਸ ਸੰਬੰਧੀ ਸਥਾਨਕ ਵਸਨੀਕਾਂ ਵਲੋਂ ਮਾਣਯੋਗ ਅਦਾਲਤ ਵਿੱਚ ਮਾਮਲਾ ਦਾਇਰ ਕੀਤਾ ਗਿਆ ਸੀ ਜਿਸਤੇ ਸੁਣਵਾਈ ਦੌਰਾਨ ਮਾਣਯੋਗ ਅਦਾਲਤ ਵਲੋਂ ਇਸ ਥਾਂ ਤੇ ਕੂੜਾ ਸੁੱਟਣ ਤੇ ਰੋਕ ਲਗਾ ਦਿੱਤੀ ਗਈ ਸੀ।

ਸਮਾਜਸੇਵੀ ਆਗੂ ਰਾਮਦੀਪ ਕੌਰ ਨੇ ਕਿਹਾ ਕਿ ਮਾਣਯੋਗ ਅਦਾਲਤ ਵਲੋਂ ਇੱਥੇ ਕੂੜਾ ਸੁੱਟਣ ਤੇ ਰੋਕ ਲਗਾਏ ਜਾਣ ਤੋਂ ਬਾਅਦ ਕੁੱਝ ਸਮਾਂ ਤਾਂ ਠੀਕ ਠਾਕ ਲੰਘਿਆ ਸੀ ਪਰੰਤੂ ਬਾਅਦ ਵਿੱਚ ਨਗਰ ਨਿਗਮ ਵਲੋਂ ਇਸ ਪੁਰਾਣੇ ਡੰਪਿੰਗ ਯਾਰਡ ਦੇ ਨੇੜੇ ਪੈਂਦੀ ਖਾਲੀ ਥਾਂ ਅਤੇ ਸੈਕਟਰ 90-91 ਦੇ ਜਲ ਬੋਰਡ ਦੇ ਨੇੜੇ ਦੀ ਥਾਂ ਤੇ ਕੂੜੇ ਦੇ ਢੇਰ ਲਗਾਉਣੇ ਆਰੰਭ ਕਰ ਦਿੱਤੇ। ਉਹਨਾਂ ਕਿਹਾ ਕਿ ਨਗਰ ਨਿਗਮ ਦੀਆਂ ਟਰਾਲੀਆਂ ਵਿੱਚ ਦਰਖਤਾਂ ਦੀ ਰਹਿੰਦ ਖੁਹੰਦ ਅਤੇ ਹੋਰ ਕੂੜਾ ਲਿਆ ਕੇ ਇੱਥੇ ਢੇਰ ਲਗਾ ਦਿੱਤੇ ਜਾਂਦੇ ਹਨ। ਉਹਨਾਂ ਕਿਹਾ ਕਿ ਕੂੜੇ ਦੇ ਇਹਨਾਂ ਢੇਰਾਂ ਵਿੱਚ ਰਾਤ ਵੇਲੇ ਅੱਗ ਲਗਾ ਦਿੱਤੀ ਜਾਂਦੀ ਹੈ ਜਿਸ ਕਾਰਨ ਇਸ ਖੇਤਰ ਵਿੱਚ ਹਰ ਪਾਸੇ ਜਹਿਰੀਲਾ ਧੂੰਆਂ ਫੈਲ ਜਾਂਦਾ ਹੈ। ਉਹਨਾਂ ਕਿਹਾ ਕਿ ਇਸ ਸੰਬੰਧੀ ਨਗਰ ਨਿਗਮ ਨੂੰ ਕਈ ਵਾਰ ਸ਼ਿਕਾਇਤ ਵੀ ਕੀਤੀ ਗਈ ਹੈ ਪਰੰਤੂ ਕੋਈ ਸੁਣਵਾਈ ਨਹੀਂ ਹੁੰਦੀ ਅਤੇ ਵਸਨੀਕਾਂ ਨੂੰ ਪੱਲਿਉਂ ਟੈਕਰ ਮੰਗਵਾ ਕੇ ਇਹ ਅੱਗ ਬੁਝਾਉਣੀ ਪੈਂਦੀ ਹੈ। ਉਹਨਾਂ ਮੰਗ ਕੀਤੀ ਹੈ ਕਿ ਇਸ ਥਾਂ ਤੇ ਕੂੜੇ ਨੂੰ ਅੱਗ ਲਗਾਉਣ ਦੀ ਇਸ ਕਾਰਵਾਈ ਤੇ ਸਖਤੀ ਨਾਲ ਰੋਕ ਲਗਾਈ ਜਾਵੇ ਅਤੇ ਅੱਗ ਲਗਾਉਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ।

Continue Reading

Mohali

ਗੁ ਸਿੰਘ ਸ਼ਹੀਦਾਂ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ

Published

on

By

ਐਸ ਏ ਐਸ ਨਗਰ, 18 ਅਪ੍ਰੈਲ (ਸ.ਬ.) ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ।

ਇਸ ਧਾਰਮਿਕ ਸਮਾਗਮ ਵਿੱਚ ਬੀਬੀ ਹਰਜਿੰਦਰ ਕੌਰ ਬਟਾਲਾ ਵਾਲਿਆਂ ਦੇ ਜੱਥੇ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਜੀਵਨ ਬ੍ਰਿਤਾਂਤ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਭਾਈ ਲਹਿਣਾ ਜੀ ਨੂੰ ਗੁਰਿਆਈ ਦੀ ਦਾਤ ਬਖਸ਼ ਕੇ ਗੁਰੂ ਅੰਗਦ ਦੇਵ ਜੀ ਬਣਾਉਣ ਦਾ ਪ੍ਰਸੰਗ ਬਾਰੇ ਸੰਗਤਾਂ ਨੂੰ ਜਾਣੂੰ ਕਰਵਾਇਆ। ਭਾਈ ਨਰਿੰਦਰ ਸਿੰਘ ਸ੍ਰੀ ਫਤਿਹਗੜ੍ਹ ਸਾਹਿਬ ਵਾਲਿਆਂ ਦੇ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸੰਤ ਬਾਬਾ ਸਵਰਨ ਸਿੰਘ ਮਲਕਪੁਰ ਲੁਧਿਆਣੇ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਸ੍ਰੀ ਗੁਰੂ ਅੰਗਦ ਦੇਵ ਜੀ ਦੁਆਰਾ ਉਚਾਰਨ ਧੁਰ ਕੀ ਬਾਣੀ ਦੇ 62 ਸਲੋਕ ਜੋ ਕਿ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਵਿੱਚ ਸੁਭਾਇਮਾਨ ਹਨ ਉਨਾਂ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਦੱਸਿਆ।

ਇਸ ਤੋਂ ਇਲਾਵਾ ਭਾਈ ਜਸਵਿੰਦਰ ਸਿੰਘ ਲੁਧਿਆਣੇ ਵਾਲੇ, ਅਕਾਲ ਕਵੀਸ਼ਰੀ ਜੱਥਾ, ਭਾਈ ਪਰਵਿੰਦਰ ਸਿੰਘ, ਭਾਈ ਓਂਕਾਰ ਸਿੰਘ, ਭਾਈ ਗੁਰਵਿੰਦਰ ਸਿੰਘ, ਮਾਤਾ ਸੰਦਰ ਕੌਰ ਜੀ ਸਰਬ ਸਾਂਝੀ ਸੋਸਾਇਟੀ, ਭਾਈ ਕੁਲਤਾਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਮਨਦੀਪ ਸਿੰਘ, ਭਾਈ ਨਿਤਿੰਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ।

Continue Reading

Mohali

ਖਾਲਸਾ ਕਾਲਜ ਵਿੱਚ ਫੇਅਰਵੈਲ ਪਾਰਟੀ ਰੁਖ਼ਸਤ 2026 ਦਾ ਆਯੋਜਨ

Published

on

By

ਐਸ ਏ ਐਸ ਨਗਰ, 18 ਅਪ੍ਰੈਲ (ਸ.ਬ.) ਫੇਜ਼-3ਏ ਵਿੱਚ ਸਥਿਤ ਖਾਲਸਾ ਕਾਲਜ (ਅੰਮ੍ਰਿਤਸਰ) ਆਫ ਟੈਕਨਾਲੋਜੀ ਐਂਡ ਬਿਜ਼ਨਸ ਸਟਡੀਜ਼ ਵਿੱਚ ਕਾਲਜ ਦੀ ਪ੍ਰਿੰਸੀਪਲ ਡਾ. ਹਰਿਸ਼ ਕੁਮਾਰੀ ਦੀ ਅਗਵਾਈ ਹੇਠ ਫੇਅਰਵੈਲ ਪਾਰਟੀ ‘ਰੁਖ਼ਸਤ 2026’ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਬੀ. ਕਾਮ, ਬੀ. ਕਾਮ ਆਨਰਜ਼, ਬੀ. ਬੀ. ਏ., ਬੀ. ਸੀ. ਏ., ਬੀ. ਏ., ਪੀ. ਜੀ. ਡੀ. ਸੀ. ਏ., ਐਮ. ਐਸ. ਸੀ. ਆਈ ਟੀ, ਐਮ. ਏ. ਸੋਸ਼ਿਓਲੋਜੀ, ਐਮ. ਬੀ. ਏ., ਐਮ. ਕਾਮ ਦੇ ਵਿਦਿਆਰਥੀਆਂ ਨੂੰ ਕਾਲਜ ਦੇ ਜੂਨੀਅਰ ਵਿਦਿਆਰਥੀਆਂ ਵੱਲੋਂ ਫੇਅਰਵੈਲ ਪਾਰਟੀ ਦਿੱਤੀ ਗਈ। ਇਸ ਮੌਕੇ ਵੇਦਿਕ ਜੋਤਿਸ਼ਾਚਾਰਿਆ ਡਾ. ਚਾਰਵੀ ਠਾਕੁਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਸਮਾਗਤ ਦੌਰਾਨ ਮਿਸਟਰ ਅਤੇ ਮਿਸ ਫੇਅਰਵੈਲ, ਮਿਸਟਰ ਹੈਂਡਸਮ ਅਤੇ ਮਿਸ ਚਾਰਮਿੰਗ ਮੁਕਾਬਲੇ ਕਰਵਾਏ ਗਏ ਜਿਸ ਦੌਰਾਨ ਵਿਦਿਆਰਥੀਆਂ ਨੇ ਸੁੰਦਰ ਪਹਿਰਾਵਿਆਂ ਵਿੱਚ ਰੈਂਪ ਤੇ ਮਨਮੋਹਕ ਅੰਦਾਜ਼ ਵਿੱਚ ਵਾਕ ਕੀਤੀ। ਇਸ ਦੌਰਾਨ ਜੂਨੀਅਰ ਵਿਦਿਆਰਥੀਆਂ ਵੱਲੋਂ ਵੱਖ-ਵੱਖ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ, ਜਿਨ੍ਹਾਂ ਵਿੱਚ ਲੋਕ ਗੀਤ, ਵੈਸਟਰਨ ਗਾਣੇ, ਡਾਂਸ ਆਦਿ ਸ਼ਾਮਲ ਸਨ, ਜਿਨ੍ਹਾਂ ਨੇ ਸਭ ਦਾ ਮਨ ਮੋਹ ਲਿਆ।

ਮਿਸਟਰ ਅਤੇ ਮਿਸ ਫੇਅਰਵੈਲ ਮੁਕਾਬਲੇ ਵਿੱਚ ਬੀ. ਬੀ. ਏ. ਛੇਵੇਂ ਸੈਮਿਸਟਰ ਦੀ ਨੇਹਾ ਨੂੰ ਮਿਸ ਫੇਅਰਵੈਲ ਅਤੇ ਬੀ. ਸੀ. ਏ. ਛੇਵੇਂ ਸੈਮਿਸਟਰ ਦੇ ਕੇਤਨ ਨੂੰ ਮਿਸਟਰ ਫੇਅਰਵੈਲ ਦਾ ਖਿਤਾਬ ਮਿਲਿਆ। ਇਸੇ ਤਰ੍ਹਾਂ, ਬੀ. ਸੀ. ਏ. ਛੇਵੇਂ ਸੈਮਿਸਟਰ ਦੇ ਕਰਮਵੀਰ ਨੂੰ ਮਿਸਟਰ ਹੈਂਡਸਮ ਅਤੇ ਬੀ. ਕਾਮ ਛੇਵੇਂ ਸੈਮਿਸਟਰ ਦੀ ਪ੍ਰੀਤੀ ਨੂੰ ਮਿਸ ਚਾਰਮਿੰਗ ਦਾ ਖਿਤਾਬ ਦਿੱਤਾ ਗਿਆ।

ਸਮਾਗਮ ਦੇ ਅੰਤ ਵਿੱਚ ਵੇਦਿਕ ਜੋਤਿਸ਼ਾਚਾਰਿਆ ਡਾ. ਚਾਰਵੀ ਠਾਕੁਰ ਨੇ ਵਿਦਿਆਰਥੀਆਂ ਅਤੇ ਕਾਲਜ ਸਟਾਫ ਮੈਂਬਰਾਂ ਲਈ ਮੁਫ਼ਤ ਐਸਟ੍ਰੋ ਵਰਕਸ਼ਾਪ ਵੀ ਆਯੋਜਿਤ ਕੀਤੀ।

Continue Reading

Latest News

Trending