Chandigarh
ਵਜ਼ਾਰਤ ਵੱਲੋਂ ਵਿਧਾਨ ਸਭਾ ਦਾ ਸੈਸ਼ਨ 2 ਤੋਂ 4 ਸਤੰਬਰ ਤੱਕ ਸੱਦਣ ਦੀ ਪ੍ਰਵਾਨਗੀ
ਜ਼ਮੀਨ-ਜਾਇਦਾਦ ਦੀ ਰਜਿਸਟਰੇਸ਼ਨ ਲਈ ਇਤਰਾਜ਼ਹੀਣਤਾ ਸਰਟੀਫਿਕੇਟ (ਐਨ.ਓ.ਸੀ.) ਦੀ ਸ਼ਰਤ ਨੂੰ ਸਿਧਾਂਤਕ ਤੌਰ ਉੱਤੇ ਖ਼ਤਮ ਕਰਨ ਦੀ ਸਹਿਮਤੀ
ਚੰਡੀਗੜ੍ਹ, 14 ਅਗਸਤ (ਸ.ਬ.) ਪੰਜਾਬ ਵਜਾਰਤ ਵਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ ਸੱਤਵਾਂ ਸੈਸ਼ਨ 2 ਤੋਂ 4 ਸਤੰਬਰ ਤੱਕ ਸੱਦਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਇਸ ਸੰਬੰਧੀ ਫੈਸਲਾ ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਕੀਤਾ ਗਿਆ ਹੈ।
ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਦੱਸਿਆ ਕਿ ਵਿਧਾਨ ਸਭਾ ਸੈਸ਼ਨ ਦੀ ਸ਼ੁਰੂਆਤ 2 ਸਤੰਬਰ ਨੂੰ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕਰਨ ਨਾਲ ਹੋਵੇਗੀ ਅਤੇ ਬਾਕੀ ਤਿੰਨ ਦਿਨਾਂ ਕੰਮਕਾਜ ਦਾ ਫੈਸਲਾ ਬਿਜ਼ਨਸ ਐਡਵਾਈਜ਼ਰੀ ਕਮੇਟੀ ਵੱਲੋਂ ਜਲਦੀ ਕੀਤਾ ਜਾਵੇਗਾ।
ਮੰਤਰੀ ਮੰਡਲ ਨੇ ਜ਼ਮੀਨ-ਜਾਇਦਾਦ ਦੀ ਰਜਿਸਟਰੇਸ਼ਨ ਲਈ ਇਤਰਾਜ਼ਹੀਣਤਾ ਸਰਟੀਫਿਕੇਟ (ਐਨ.ਓ.ਸੀ.) ਦੀ ਸ਼ਰਤ ਨੂੰ ਸਿਧਾਂਤਕ ਤੌਰ ਉਤੇ ਖ਼ਤਮ ਕਰਨ ਦੀ ਸਹਿਮਤੀ ਦੇ ਦਿੱਤੀ। ਇਸ ਮਾਮਲੇ ਨੂੰ ਜਲਦੀ ਹੋਣ ਵਾਲੀ ਕੈਬਨਿਟ ਦੀ ਅਗਲੀ ਮੀਟਿੰਗ ਵਿੱਚ ਲਿਆਂਦਾ ਜਾਵੇਗਾ।
ਮੰਤਰੀ ਮੰਡਲ ਨੇ ਪੰਜਾਬ ਫਾਇਰ ਸੇਫ਼ਟੀ ਤੇ ਐਮਰਜੈਂਸੀ ਸੇਵਾਵਾਂ ਬਿੱਲ, 2024 ਨੂੰ ਵੀ ਮਨਜ਼ੂਰੀ ਦੇ ਦਿੱਤੀ। ਇਸ ਤਜਵੀਜ਼ਤ ਬਿੱਲ ਦੇ ਕਾਨੂੰਨ ਬਣਨ ਮਗਰੋਂ ਪੰਜਾਬ ਵਿੱਚ ਇਮਾਰਤਾਂ ਦੇ ਮਾਲਕਾਂ ਤੇ ਕਾਬਜ਼ਧਾਰਕਾਂ ਨੂੰ ਸਾਲਾਨਾ ਫਾਇਰ ਸੇਫ਼ਟੀ ਸਰਟੀਫਿਕੇਟ ਲੈਣ ਦੀ ਥਾਂ ਹੁਣ ਤਿੰਨ ਸਾਲਾਂ ਮਗਰੋਂ ਸਰਟੀਫਿਕੇਟ ਲੈਣਾ ਪਵੇਗਾ। ਇਸ ਸਬੰਧੀ ਕੇਸਾਂ ਨਾਲ ਇਮਾਰਤਾਂ ਦੀ ਘੱਟ, ਦਰਮਿਆਨੇ ਤੇ ਜ਼ਿਆਦਾ ਜ਼ੋਖ਼ਿਮ ਵਾਲੀਆਂ ਸ਼੍ਰੇਣੀਆਂ ਮੁਤਾਬਕ ਵੰਡ ਕੀਤੀ ਜਾਵੇਗੀ। ਇਸ ਬਿੱਲ ਵਿੱਚ ਅੱਗ ਦੇ ਜ਼ੋਖ਼ਿਮ ਤੇ ਹੋਰ ਖ਼ਤਰਿਆਂ ਵਿਰੁੱਧ ਲੋਕਾਂ ਦੇ ਬੀਮੇ ਦੀ ਵੀ ਤਜਵੀਜ਼ ਹੋਵੇਗੀ।
ਕੈਬਨਿਟ ਨੇ ਸੱਤ ਗ੍ਰਾਮ ਨਿਆਲਿਆ ਪਾਂਤੜਾ (ਪਟਿਆਲਾ), ਤਪਾ (ਬਰਨਾਲਾ), ਬੱਸੀ ਪਠਾਣਾਂ (ਫਤਹਿਗੜ੍ਹ ਸਾਹਿਬ), ਡੇਰਾ ਬਾਬਾ ਨਾਨਕ (ਗੁਰਦਾਸਪੁਰ), ਧਾਰ ਕਲਾਂ (ਪਠਾਨਕੋਟ), ਰਾਏਕੋਟ (ਲੁਧਿਆਣਾ) ਅਤੇ ਚਮਕੌਰ ਸਾਹਿਬ (ਰੂਪਨਗਰ) ਲਈ 49 ਅਸਾਮੀਆਂ ਸਿਰਜਣ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਇਹ ਗ੍ਰਾਮ ਨਿਆਲਿਆ ਸਥਾਪਤ ਕਰਨ ਦਾ ਮੰਤਵ ਦੇਸ਼ ਦੇ ਹਰੇਕ ਨਾਗਰਿਕ ਦੀ ਨਿਆਂ ਤੱਕ ਆਸਾਨ ਪਹੁੰਚ ਯਕੀਨੀ ਬਣਾਉਣਾ ਹੈ।
ਮੰਤਰੀ ਮੰਡਲ ਨੇ ਪੰਜਾਬ ਵਿੱਚ ਰਜਿਸਟਰਡ ਟੂਰਿਸਟ ਵਾਹਨਾਂ ਉਤੇ ਮੋਟਰ ਵਾਹਨ ਟੈਕਸ ਵੀ ਘਟਾ ਦਿੱਤਾ ਹੈ। ਗੁਆਂਢੀ ਸੂਬਿਆਂ ਦੇ ਮੁਕਾਬਲੇ ਪੰਜਾਬ ਵਿੱਚ ਰਜਿਸਟਰਡ ਵਾਹਨਾਂ ਉਤੇ ਪਹਿਲਾਂ ਕਾਫ਼ੀ ਜ਼ਿਆਦਾ ਟੈਕਸ ਲੱਗਦਾ ਸੀ, ਜਿਸ ਕਾਰਨ ਪੰਜਾਬ ਵਿੱਚ ਟੂਰਿਸਟ ਵਾਹਨਾਂ ਦੀ ਰਜਿਸਟਰੇਸ਼ਨ ਬਹੁਤ ਘੱਟ ਹੁੰਦੀ ਸੀ ਪਰ ਹੁਣ ਇਸ ਕਦਮ ਨਾਲ ਇਸ ਰੁਝਾਨ ਨੂੰ ਠੱਲ੍ਹ ਪਵੇਗੀ ਅਤੇ ਸੂਬੇ ਦਾ ਮਾਲੀਆ ਵਧੇਗਾ। ਕੈਬਨਿਟ ਨੇ ਲਗਜ਼ਰੀ ਵਾਹਨਾਂ ਦੀ ਇਕ ਹੋਰ ਸ਼੍ਰੇਣੀ ਉਤੇ ਵਾਧੂ ਰੋਡ ਟੈਕਸ ਲਾਉਣ ਦੀ ਵੀ ਸਹਿਮਤੀ ਦਿੱਤੀ, ਜਿਸ ਨਾਲ 87.03 ਕਰੋੜ ਰੁਪਏ ਦੀ ਜ਼ਿਆਦਾ ਆਮਦਨ ਹੋਵੇਗੀ। ਕੈਬਨਿਟ ਨੇ ਵਾਤਾਵਰਨ ਪ੍ਰਦੂਸ਼ਣ ਦੀ ਰੋਕਥਾਮ ਲਈ ਪੰਜਾਬ ਵਿੱਚ ਰਜਿਸਟਰਡ ਪੁਰਾਣੇ ਟਰਾਂਸਪੋਰਟ/ਗ਼ੈਰ ਟਰਾਂਸਪੋਰਟ ਵਾਹਨਾਂ ਉਤੇ ਗਰੀਨ ਟੈਕਸ ਲਾਉਣ ਦਾ ਵੀ ਫੈਸਲਾ ਕੀਤਾ ਹੈ।
ਕੈਬਨਿਟ ਨੇ ਪੰਜਾਬ ਸਰਕਾਰ ਦੇ ਗਜ਼ਟ ਵਿੱਚ 12 ਜੁਲਾਈ 2022 ਨੂੰ ਪ੍ਰਕਾਸ਼ਤ ਇੰਡੀਅਨ ਪਾਰਟਨਰਸ਼ਿਪ ਐਕਟ (ਪੰਜਾਬ ਸੋਧ) ਐਕਟ 2021 ਅਧੀਨ 1932 ਦੇ ਐਕਟ ਵਿੱਚ ਕੀਤੀਆਂ ਸੋਧਾਂ ਦੀ ਤਰਜ਼ ਉਤੇ ਭਾਰਤੀ ਪਾਰਟਨਰਸ਼ਿਪ ਐਕਟ, 1932 ਦੀ ਧਾਰਾ 71(1) ਅਧੀਨ ਸ਼ਡਿਊਲ-1 ਵਿੱਚ ਸ਼ਾਮਲ ਸੇਵਾਵਾਂ ਲਈ ਸੋਧੀਆਂ ਫੀਸਾਂ ਲਾਗੂ ਕਰਨ ਵਾਸਤੇ ਪੰਜਾਬ ਪਾਰਟਰਸ਼ਿਪ (ਰਜਿਸਟਰੇਸ਼ਨ ਆਫ਼ ਫਰਮਜ਼) ਨਿਯਮ 1932 ਵਿੱਚ ਸੋਧ ਨੂੰ ਵੀ ਪ੍ਰਵਾਨਗੀ ਦੇ ਦਿੱਤੀ।
ਮੰਤਰੀ ਮੰਡਲ ਨੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਨੌਜਵਾਨਾਂ ਦੀ ਭਲਾਈ ਲਈ ਤਿਆਰ ਕੀਤੀ ਯੁਵਕ ਸੇਵਾਵਾਂ ਨੀਤੀ-2024 ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਨੀਤੀ ਦਾ ਉਦੇਸ਼ ਜਿੱਥੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਹੈ, ਉਥੇ ਹੀ ਉਨ੍ਹਾਂ ਦੀ ਅਥਾਹ ਊਰਜਾ ਨੂੰ ਸਾਕਾਰਤਮਕ ਦਿਸ਼ਾ ਵਿੱਚ ਲਾਉਣਾ ਹੈ। ਮੰਤਰੀ ਮੰਡਲ ਨੇ ਸਪੋਰਟਸ ਰੈਗੂਲਰ ਕਾਡਰ ਸਰਵਿਸ ਰੂਲਜ਼ ਵਿੱਚ ਸੋਧ ਕਰਨ ਦੀ ਮਨਜ਼ੂਰੀ ਦਿੱਤੀ ਹੈ। ਮੰਤਰੀ ਮੰਡਲ ਨੇ ਖਿਡਾਰੀਆਂ ਨੂੰ ਮੈਡੀਕਲ ਸਹਾਇਤਾ ਪ੍ਰਦਾਨ ਕਰਨ ਲਈ ‘ਪੰਜਾਬ ਸਪੋਰਟਸ ਮੈਡੀਕਲ ਕਾਡਰ ਸਰਵਿਸ ਰੂਲਜ਼’ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।
ਮੰਤਰੀ ਮੰਡਲ ਨੇ ਗੈਰ ਜੰਗਲਾਤ ਵਾਲੀ ਸਰਕਾਰੀ ਤੇ ਜਨਤਕ ਜ਼ਮੀਨ 2024 ਲਈ ਰੁੱਖ ਸੰਭਾਲ ਨੀਤੀ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਨੀਤੀ ਦਾ ਮੁੱਖ ਉਦੇਸ਼ ਗੈਰ-ਜੰਗਲਾਤ ਵਾਲੀ ਸਰਕਾਰ ਅਤੇ ਜਨਤਕ ਜ਼ਮੀਨ ਵਿੱਚ ਖੜ੍ਹੇ ਰੁੱਖਾਂ ਨੂੰ ਢੁਕਵੀਂ ਸੁਰੱਖਿਆ ਪ੍ਰਦਾਨ ਕਰਨਾ ਹੈ ਅਤੇ ਬੂਟੇ ਲਾ ਕੇ ਵਾਤਾਵਰਣ ਦੇ ਨੁਕਸਾਨ ਦੀ ਭਰਪਾਈ ਲਈ ਢੁਕਵੀਂ ਵਿਵਸਥਾ ਮੁਹੱਈਆ ਕਰਨਾ ਹੈ। ਪੰਜਾਬ ਵਿੱਚ ਜੰਗਲਾਤ ਅਤੇ ਰੁੱਖਾਂ ਹੇਠ ਕੁੱਲ 5.92 ਫੀਸਦੀ ਇਲਾਕਾ ਹੈ ਅਤੇ ਪੰਜਾਬ ਸਰਕਾਰ ਨੇ ਸਾਲ 2030 ਤੱਕ ਇਹ ਰਕਬਾ ਵਧਾ ਕੇ 7.5 ਫੀਸਦੀ ਕਰਨ ਦਾ ਟੀਚਾ ਮਿੱਥਿਆ ਹੈ।
ਕੈਬਨਿਟ ਨੇ ਜਾਪਾਨ ਦੇ ਸਹਿਯੋਗ ਨਾਲ 792.88 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਵਿੱਚ ਖੇਤੀ ਜੰਗਲਾਤ ਨੂੰ ਉਤਸ਼ਾਹਤ ਕਰਨ ਅਤੇ ਜੈਵਿਕ ਵਿਭਿੰਨਤਾ ਦੀ ਸੰਭਾਲ ਲਈ ਇਕ ਪ੍ਰਾਜੈਕਟ ਸ਼ੁਰੂ ਕਰਨ ਦੀ ਵੀ ਪ੍ਰਵਾਨਗੀ ਦਿੱਤੀ ਹੈ। ਇਸ ਪ੍ਰਾਜੈਕਟ ਨਾਲ ਪੰਜਾਬ ਵਿੱਚ ਖੇਤੀ ਜੰਗਲਾਤ ਅਧੀਨ ਰੁੱਖਾਂ ਹੇਠ ਰਕਬਾ ਵਧਾਉਣ, ਜ਼ਮੀਨੀ ਪਾਣੀ ਬਚਾਉਣ, ਕਿਸਾਨਾਂ ਦੀ ਆਮਦਨ ਵਧਾਉਣ ਅਤੇ ਪਰਾਲੀ ਫੂਕਣ ਨਾਲ ਹੋਣ ਵਾਲੇ ਹਵਾ ਦੇ ਪ੍ਰਦੂਸ਼ਣ ਘਟਾਉਣ, ਸ਼ਿਵਾਲਿਕ ਖਿੱਤੇ ਵਿੱਚ ਜਲ ਸਰੋਤਾਂ ਦੇ ਬਿਹਤਰ ਏਕੀਕ੍ਰਿਤ ਪ੍ਰਬੰਧਨ, ਸੂਬੇ ਵਿੱਚ ਜਲਗਾਹਾਂ ਵਿੱਚ ਸੁਧਾਰ ਅਤੇ ਜੈਵਿਕ ਵਿਭਿੰਨਤਾ ਦੀ ਸੰਭਾਲ ਤੇ ਈਕੋ-ਟੂਰਿਜ਼ਮ ਨੂੰ ਉਤਸ਼ਾਹਤ ਕਰਨ ਵਿੱਚ ਮਦਦ ਮਿਲੇਗੀ।
ਕੈਬਨਿਟ ਨੇ ਨੋਟੀਫਾਈਡ ਕੁਦਰਤੀ ਆਫ਼ਤਾਂ ਦੀ ਸੂਰਤ ਵਿੱਚ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਲਈ ਐਸ. ਡੀ. ਆਰ. ਐਫ. ਅਤੇ ਸੂਬਾਈ ਬਜਟ ਵਿੱਚੋਂ ਸਾਂਝੇ ਤੌਰ ਉਤੇ ਇਕ ਕਰੋੜ ਰੁਪਏ ਤੋਂ ਵੱਧ ਦੇ ਫੰਡ ਜਾਰੀ ਕਰਨ ਲਈ ਸਮਰੱਥ ਅਥਾਰਟੀ ਵਜੋਂ ਸਟੇਟ ਐਗਜ਼ੀਕਿਊਟਿਵ ਕਮੇਟੀ ਨੂੰ ਨਾਮਜ਼ਦ ਕਰਨ ਦੀ ਮਨਜ਼ੂਰੀ ਵੀ ਦੇ ਦਿੱਤੀ। ਇਸ ਨਾਲ ਕੁਦਰਤੀ ਆਫ਼ਤਾਂ ਕਾਰਨ ਫ਼ਸਲਾਂ ਦੇ ਹੁੰਦੇ ਨੁਕਸਾਨ ਲਈ ਕਿਸਾਨਾਂ ਨੂੰ ਢੁਕਵਾਂ ਮੁਆਵਜ਼ਾ ਮੁਹੱਈਆ ਕਰਵਾਇਆ ਜਾ ਸਕੇਗਾ।
ਮੰਤਰੀ ਮੰਡਲ ਨੇ ਦਿਵਿਆਂਗ ਬੱਚਿਆਂ ਲਈ ਪੰਜਾਬ ਰਾਜ ਸਿੱਖਿਆ ਨੀਤੀ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਹ ਨੀਤੀ ਸੰਪੂਰਨ ਸਿੱਖਿਆ ਅਤੇ ਵਿਆਪਕ ਵਿਕਾਸ ਲਈ ਸਹਾਈ ਹੋਵੇਗੀ ਤਾਂ ਜੋ ਦਿਵਿਆਂਗ ਬੱਚਿਆਂ ਨੂੰ ਹੋਰ ਵਧੇਰੇ ਮੌਕੇ ਮਿਲ ਸਕਣ ਅਤੇ ਸੰਪੂਰਨ ਸਿੱਖਿਆ ਹਾਸਲ ਹੋ ਸਕੇ।
ਮੰਤਰੀ ਮੰਡਲ ਨੇ ਬਹਾਦਰੀ ਦੇ ਐਵਾਰਡ ਜੇਤੂਆਂ ਨੂੰ ਹਰੇਕ ਤਰ੍ਹਾਂ ਦੇ ਨਗ਼ਦ ਐਵਾਰਡ ਦੀ ਉੱਕੀ ਪੁੱਕੀ ਅਦਾਇਗੀ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨਾਲ ਐਵਾਰਡ ਜੇਤੂਆਂ ਨੂੰ ਹਰੇਕ ਸਾਲ ਜੀਵਨ ਪ੍ਰਮਾਣ ਪੱਤਰ ਦੀ ਪ੍ਰਕਿਰਿਆ ਜਾਰੀ ਰੱਖਣ ਦੀ ਲੋੜ ਨਹੀਂ ਰਹੇਗੀ ਅਤੇ ਐਵਾਰਡੀ ਦੀ ਮੌਤ ਤੋਂ ਬਾਅਦ ਉਸ ਦੀ ਪਤਨੀ ਲਈ ਮਹੀਨਾਵਾਰ ਭੱਤੇ ਵਾਸਤੇ ਅਪਲਾਈ ਕਰਨ ਦੀ ਕੋਈ ਲੋੜ ਨਹੀਂ ਰਹੇਗੀ ਕਿਉਂ ਜੋ ਇਹ ਪ੍ਰਕਿਰਿਆ ਆਪਣੇ ਆਪ ਮੁਕੰਮਲ ਹੋ ਜਾਵੇਗੀ।
ਕੈਬਨਿਟ ਨੇ ਪੰਜਾਬ ਐਜੂਕੇਸ਼ਨਲ (ਟੀਚਿੰਗ ਕਾਡਰ) ਗਰੁੱਪ ਸੀ ਸੇਵਾ ਨਿਯਮ 2018 ਅਤੇ ਪੰਜਾਬ ਐਜੂਕੇਸ਼ਨਲ (ਟੀਚਿੰਗ ਕਾਡਰ) ਬਾਰਡਰ ਏਰੀਆ ਗਰੁੱਪ ਸੀ ਸੇਵਾ ਨਿਯਮ 2018 ਵਿੱਚ ਸੋਧਾਂ ਨੂੰ ਵੀ ਮਨਜ਼ੂਰ ਕਰ ਲਿਆ। ਇਸ ਸੋਧ ਮੁਤਾਬਕ ਮਾਸਟਰ/ਮਿਸਟ੍ਰੈਸ ਕਾਡਰ ਦੀਆਂ ਅਸਾਮੀਆਂ ਵਿੱਚ 20 ਫੀਸਦੀ ਤਰੱਕੀ ਕੋਟੇ ਨੂੰ ਈ.ਟੀ.ਟੀ./ਜੇ.ਬੀ.ਟੀ., ਐਚ.ਟੀ. ਤੇ ਸੀ.ਐਚ.ਟੀ. ਕਾਡਰ ਵਿੱਚ ਕ੍ਰਮਵਾਰ 15:4:1 ਦੇ ਅਨੁਪਾਤ ਵਿੱਚ ਵੰਡਿਆ ਜਾਵੇਗਾ।
ਮੰਤਰੀ ਮੰਡਲ ਨੇ ਪੰਜਾਬ ਫੈਮਿਲੀ ਕੋਰਟ (ਸੋਧ) ਰੂਲਜ਼-2004 ਨੂੰ ਸੋਧ ਕੇ ਇਸ ਵਿੱਚ ਨਵੀਂ ਧਾਰਾ 4-ਏ ਜੋੜਨ ਅਤੇ ਮੌਜੂਦਾ ਧਾਰਾ-5, ਧਾਰਾ-6, ਧਾਰਾ-7, ਧਾਰਾ-8 ਅਤੇ ਧਾਰਾ-9 ਵਿੱਚ ਲੋੜੀਂਦੀ ਤਰਮੀਮ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸੋਧ ਦਾ ਉਦੇਸ਼ ਮੌਜੂਦਾ ਸਮੇਂ ਦੀਆਂ ਲੋੜਾਂ ਦੀ ਪੂਰਤੀ ਕਰਨ ਦੇ ਨਾਲ-ਨਾਲ ਫੈਮਿਲੀ ਕੋਰਟਾਂ ਦਾ ਕੰਮਕਾਜ ਹੋਰ ਸੁਚਾਰੂ ਹੋਵੇਗਾ।
ਮੰਤਰੀ ਮੰਡਲ ਨੇ ਭਾਰਤ ਦੀ ਤਰਜ਼ ਉਤੇ ਜੂਡੀਸ਼ਅਲ ਅਫ਼ਸਰਾਂ ਨੂੰ ਮੁੜ ਨਾਮਜ਼ਦ ਕਰਨ ਲਈ ਪੰਜਾਬ ਸੁਪਰੀਅਰ ਜੂਡੀਸ਼ਅਲ ਰੂਲਜ਼, 2007 ਵਿੱਚ ਸੋਧ ਦੀ ਵੀ ਸਹਿਮਤੀ ਦੇ ਦਿੱਤੀ। ਕੈਬਨਿਟ ਨੇ ਪੀ.ਸੀ.ਐਸ. (ਜੂਡੀਸ਼ਅਲ ਬਰਾਂਚ) ਰੂਲਜ਼, 1951 ਵਿੱਚ ਸੋਧ ਨੂੰ ਪ੍ਰਵਾਨ ਕਰ ਕੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਆਪਣੇ ਪੱਧਰ ਉਤੇ ਜੂਡੀਸ਼ਅਲ ਅਫ਼ਸਰਾਂ ਦੀ ਭਰਤੀ ਲਈ ਵਿਭਾਗੀ ਪ੍ਰੀਖਿਆ ਕਰਵਾਉਣ ਤੇ ਨੇਮਬੱਧ ਕਰਨ ਦੀ ਪ੍ਰਵਾਨਗੀ ਦੇ ਦਿੱਤੀ।
ਮੰਤਰੀ ਮੰਡਲ ਨੇ ਪਸ਼ੂਆਂ ਦੀਆਂ ਬਿਹਤਰ ਸਿਹਤ ਸਹੂਲਤਾਂ ਲਈ ਸੂਬੇ ਭਰ ਦੇ 582 ਵੈਟਰਨਰੀ ਹਸਪਤਾਲਾਂ ਵਿੱਚ ਕੰਮ ਕਰਦੇ 479 ਵੈਟਰਨਰੀ ਫਾਰਮਾਸਿਸਟ ਅਤੇ 472 ਸਫਾਈ ਸੇਵਕਾਂ ਦੀਆਂ ਸੇਵਾਵਾਂ ਇਕ ਅਪ੍ਰੈਲ, 2024 ਤੋਂ 31 ਮਾਰਚ, 2025 ਤੱਕ ਸਰਵਿਸ ਪ੍ਰੋਵਾਈਡਰ ਵਜੋਂ ਵਧਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਮੰਤਰੀ ਮੰਡਲ ਨੇ ਕਾਨੂੰਨੀ ਅਤੇ ਵਿਧਾਨਿਕ ਮਾਮਲਿਆਂ ਵਿਭਾਗ ਦੇ ਪੁਨਰਗਠਨ ਦੀ ਪ੍ਰਵਾਨਗੀ ਵੀ ਦੇ ਦਿੱਤੀ ਹੈ। ਪੁਨਰਗਠਨ ਦੇ ਤਹਿਤ 11 ਅਸਾਮੀਆਂ ਨੂੰ ਖਤਮ ਕਰਕੇ 9 ਨਵੀਆਂ ਅਸਾਮੀਆਂ ਸਿਰਜੀਆਂ ਗਈਆਂ ਹਨ ਅਤੇ ਮੌਜੂਦਾ 13 ਆਰਜ਼ੀ ਅਸਾਮੀਆਂ ਨੂੰ ਪੱਕੀਆਂ ਅਸਾਮੀਆਂ ਵਿੱਚ ਤਬਦੀਲ ਕਰਨ ਲਈ ਵੀ ਪ੍ਰਵਾਨਗੀ ਦਿੱਤੀ ਗਈ ਹੈ।
ਮੰਤਰੀ ਮੰਡਲ ਨੇ ਮਾਰਕੀਟ ਕਮੇਟੀਆਂ ਨੂੰ ਭੰਗ ਕਰਨ ਦੀ ਸਮਾਂ-ਸੀਮਾ ਇੱਕ ਸਾਲ ਤੋਂ ਵਧਾ ਕੇ ਹੋਰ ਦੋ ਸਾਲ ਯਾਨੀ 26 ਜੁਲਾਈ, 2025 ਤੱਕ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ ਅਤੇ ਜੇਕਰ ਇਨ੍ਹਾਂ ਮਾਰਕੀਟ ਕਮੇਟੀਆਂ ਦਾ ਇਸ ਵਧੇ ਹੋਏ ਸਮੇਂ ਵਿੱਚ ਮੁੜ ਗਠਨ ਨਹੀਂ ਕੀਤਾ ਜਾਂਦਾ ਹੈ ਤਾਂ ਇਨ੍ਹਾਂ ਦੇ ਪੁਨਰਗਠਨ ਤੱਕ ਸਰਕਾਰ ਵੱਲੋਂ ਨਿਯੁਕਤ ਕੀਤੇ ਗਏ ਪ੍ਰਸ਼ਾਸਕ ਵੱਲੋਂ ਇਨ੍ਹਾਂ ਕਮੇਟੀਆਂ ਦਾ ਕੰਮ ਦੇਖਿਆ ਜਾਵੇਗਾ।
ਮੰਤਰੀ ਮੰਡਲ ਨੇ ਪੰਜਾਬ ਲੋਕ ਨਿਰਮਾਣ ਵਿਭਾਗ (ਇਮਾਰਤਾਂ ਅਤੇ ਸੜਕਾਂ) ਡਰਾਫਟਸਮੈਨ (ਗਰੁੱਪ-ਬੀ) ਸਰਵਿਸ ਰੂਲਜ਼ 2024, ਪੰਜਾਬ ਆਰਕੀਟੈਕਚਰ (ਗਰੁੱਪ-ਸੀ) ਮਨਿਸਟਰੀਅਲ ਸਰਵਿਸਿਜ਼ (ਪਹਿਲੀ ਸੋਧ) ਰੂਲਜ਼ 2024 ਅਤੇ ਪੰਜਾਬ ਪਬਲਿਕ ਵਰਕਸ (ਇਮਾਰਤਾਂ ਅਤੇ ਸੜਕਾਂ ਬ੍ਰਾਂਚ) ਫੀਲਡ ਆਫਿਸ (ਗਰੁੱਪ-ਸੀ ਮਨਿਸਟਰੀਅਲ) ਸਰਵਿਸਿਜ਼ ਰੂਲਜ਼, 2024 ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ ਤਾਂ ਜੋ ਵਿਭਾਗ ਦੇ ਕੰਮਕਾਜ ਨੂੰ ਸੁਚਾਰੂ ਬਣਾਇਆ ਜਾ ਸਕੇ।
ਮੰਤਰੀ ਮੰਡਲ ਨੇ ਜਲ ਸਰੋਤ ਵਿਭਾਗ ਵਿੱਚ ਸਬ ਡਿਵੀਜ਼ਨਲ ਇੰਜਨੀਅਰ ਦੀਆਂ ਤਿੰਨ ਅਸਾਮੀਆਂ ਖ਼ਤਮ ਕਰਕੇ ਤਹਿਸੀਲਦਾਰਾਂ ਦੀਆਂ ਤਿੰਨ ਅਸਾਮੀਆਂ ਸਿਰਜਣ ਦੀ ਸਹਿਮਤੀ ਵੀ ਦੇ ਦਿੱਤੀ ਹੈ, ਜੋ ਮਾਲ ਵਿਭਾਗ ਤੋਂ ਡੈਪੂਟੇਸ਼ਨ ਤੇ ਭਰੀਆਂ ਜਾਣਗੀਆਂ। ਮੰਤਰੀ ਮੰਡਲ ਨੇ ਪੰਜਾਬ ਜਲ ਸਰੋਤ ਵਿਭਾਗ ਦੇ ਜੂਨੀਅਰ ਡਰਾਫਟਸਮੈਨ ਅਤੇ ਸਰਵੇਅਰਜ਼ (ਗਰੁੱਪ-ਸੀ) ਸਰਵਿਸ ਰੂਲਜ਼, 2021 ਵਿੱਚ ਸੋਧ ਨੂੰ ਵੀ ਸਹਿਮਤੀ ਦੇ ਦਿੱਤੀ ਹੈ। ਮੰਤਰੀ ਮੰਡਲ ਨੇ ਸਾਲ 2022-23 ਲਈ ਜਲ ਸਰੋਤ ਵਿਭਾਗ ਦੀ ਪ੍ਰਬੰਧਕੀ ਰਿਪੋਰਟ ਨੂੰ ਵੀ ਹਰੀ ਝੰਡੀ ਦੇ ਦਿੱਤੀ ਹੈ।
ਮੰਤਰੀ ਮੰਡਲ ਨੇ ਸਹਿਕਾਰਤਾ ਵਿਭਾਗ ਦੀ ਸਾਲ 2019-2020 ਦੀ ਵਿਧਾਨਿਕ ਆਡਿਟ ਰਿਪੋਰਟ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।
Chandigarh
ਦੂਜੇ ਸੂਬਿਆਂ ਅਤੇ ਵਿਦੇਸ਼ਾਂ ਵਿੱਚ ਲੁਕੇ ਗੈਂਗਸਟਰਾਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਲਈ ਵਚਨਬੱਧ ਹੈ ਪੰਜਾਬ ਪੁਲੀਸ : ਗੌਰਵ ਯਾਦਵ
ਪੰਜਾਬ ਸਰਕਾਰ ਨੇ ਗੌਰਵ ਯਾਦਵ ਨੂੰ ਬਣਾਇਆ ਸੂਬੇ ਦਾ ਰੈਗੂਲਰ ਡੀ ਜੀ ਪੀ
ਚੰਡੀਗੜ੍ਹ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਨੇ 1992 ਬੈਚ ਦੇ ਆਈ ਪੀ ਐਸ ਅਧਿਕਾਰੀ ਗੌਰਵ ਯਾਦਵ ਨੂੰ ਰੈਗੂਲਰ ਡੀ ਜੀ ਪੀ ਵਜੋਂ ਨਿਯੁਕਤ ਕਰ ਦਿੱਤਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇਸ ਮਾਮਲੇ ਤੇ 13 ਅਕਤੂਬਰ ਨੂੰ ਸੁਣਵਾਈ ਹੋਣੀ ਹੈ ਅਤੇ ਉਸ ਤੋਂ ਪਹਿਲਾਂ ਹੀ ਅੱਜ ਪੰਜਾਬ ਸਰਕਾਰ ਨੇ ਅੱਜ ਗੌਰਵ ਯਾਦਵ ਨੂੰ ਰੈਗੂਲਰ ਡੀ ਜੀ ਪੀ ਵਜੋਂ ਨਿਯੁਕਤ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ।
ਅਹੁਦਾ ਸੰਭਾਲਣ ਤੋਂ ਬਾਅਦ ਡੀ ਜੀ ਪੀ ਗੌਰਵ ਯਾਦਵ ਨੇ ਕਿਹਾ ਕਿ ਗੈਂਗਸਟਰਾਂ ਤੇ ਸਮਾਜ ਵਿਰੋਧੀ ਅਨਸਰਾਂ ਲਈ ਸੂਬੇ ਵਿੱਚ ਕੋਈ ਥਾਂ ਨਹੀਂ ਹੈ। ਉਹ ਦੇਸ਼ ਦੇ ਕਿਸੇ ਵੀ ਹਿੱਸੇ ਜਾਂ ਵਿਦੇਸ਼ ਵਿੱਚ ਲੁਕੇ ਹੋਣ, ਪੰਜਾਬ ਪੁਲੀਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਕੇ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣਾ ਪੁਲੀਸ ਦੀ ਤਰਜੀਹ ਹੈ। ਦੇਸ਼ ਵਿਰੋਧੀ ਅਨਸਰਾਂ ਨੂੰ ਆਪਣੇ ਮਨਸੂਬਿਆਂ ਵਿੱਚ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਗੈਂਗਸਟਰਾਂ ਅਤੇ ਉਨ੍ਹਾਂ ਦੇ ਨੈਟਵਰਕ ਵਿਰੁੱਧ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ। ਪੁਲੀਸ ਸੰਗਠਿਤ ਅਪਰਾਧ ਨੂੰ ਖ਼ਤਮ ਕਰਨ ਅਤੇ ਨਸ਼ਾ ਤਸਕਰੀ ਦੇ ਨੈਟਵਰਕ ਨੂੰ ਤੋੜਨ ਲਈ ਲਗਾਤਾਰ ਕਾਰਵਾਈ ਕਰ ਰਹੀ ਹੈ।
ਆਈ ਪੀ ਐਸ ਅਧਿਕਾਰੀ ਗੌਰਵ ਯਾਦਵ ਜੁਲਾਈ 2022 ਤੋਂ ਕਾਰਜਕਾਰੀ ਡੀਜੀਪੀ ਵਜੋਂ ਸੇਵਾਵਾਂ ਨਿਭਾ ਰਹੇ ਹਨ। ਪੰਜਾਬ ਪੁਲੀਸ ਦੇ ਮੁਖੀ ਵਜੋਂ ਨਿਯੁਕਤੀ ਲਈ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਸੂਚੀਬੱਧ ਕੀਤੇ ਗਏ ਤਿੰਨ ਅਧਿਕਾਰੀਆਂ ਵਿੱਚ ਉਨ੍ਹਾਂ ਦਾ ਨਾਂ ਸ਼ਾਮਲ ਹੈ ਜਦੋਂ ਕਿ ਇਸ ਪੈਨਲ ਵਿੱਚ ਦੋ ਅਧਿਕਾਰੀ ਸ਼ਰਦ ਸੱਤਿਆ ਚੌਹਾਨ ਅਤੇ ਹਰਪ੍ਰੀਤ ਸਿੰਘ ਸਿੱਧੂ ਸ਼ਾਮਲ ਹਨ। ਪੈਨਲ ਮਿਲਣ ਤੋਂ ਬਾਅਦ ਜੁਲਾਈ ਮਹੀਨੇ ਤੋਂ ਰੈਗੂਲਰ ਡੀ ਜੀ ਪੀ ਦੀ ਨਿਯੁਕਤੀ ਲਟਕੀ ਹੋਈ ਸੀ।
ਇਸ ਸੰਬੰਧੀ ਐਡਵੋਕੇਟ ਨਿਖਿਲ ਥਮਨ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਪੰਜਾਬ ਵਿੱਚ ਲੰਮੇ ਸਮੇਂ ਤੋਂ ਕਾਰਜਕਾਰੀ ਡੀ ਜੀ ਪੀ ਹੋਣ ਦੀ ਵਿਵਸਥਾ ਨੂੰ ਚੁਣੌਤੀ ਦਿੱਤੀ ਸੀ। ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਡਿਵੀਜ਼ਨ ਬੈਂਚ ਨੇ ਪਹਿਲੀ ਅਕਤੂਬਰ ਨੂੰ ਪੰਜਾਬ ਸਰਕਾਰ ਨੂੰ ਰੈਗੂਲਰ ਡੀਜੀਪੀ ਦੀ ਨਿਯੁਕਤੀ ਬਾਰੇ ਢੁਕਵਾਂ ਫ਼ੈਸਲਾ ਲੈਣ ਦੇ ਆਦੇਸ਼ ਦਿੱਤੇ ਸਨ। ਹਾਈ ਕੋਰਟ ਨੇ ਮੁੱਖ ਸਕੱਤਰ ਕੇ. ਏ. ਪੀ. ਸਿਨਹਾ ਨੂੰ 13 ਅਕਤੂਬਰ ਨੂੰ ਹੋਣ ਵਾਲੀ ਅਗਲੀ ਸੁਣਵਾਈ ਤੱਕ ਅਦਾਲਤ ਵਿੱਚ ਇਸ ਸਬੰਧੀ ਪਾਲਣਾ ਸਬੰਧੀ ਹਲਫ਼ਨਾਮਾ ਪੇਸ਼ ਕਰਨ ਦੀ ਹਦਾਇਤ ਕੀਤੀ ਸੀ। ਜਿਕਰਯੋਗ ਹੈ ਕਿ ਗੌਰਵ ਯਾਦਵ ਜੁਲਾਈ 2022 ਤੋਂ ਬਤੌਰ ਕਾਰਜਕਾਰੀ ਡੀਜੀਪੀ ਕੰਮ ਕਰ ਰਹੇ ਹਨ। ਉਨ੍ਹਾਂ ਦੀ ਸੇਵਾਮੁਕਤੀ 30 ਅਪਰੈਲ 2029 ਨੂੰ ਹੋਣੀ ਹੈ।
Chandigarh
ਮੁੱਖ ਮੰਤਰੀ ਮਾਨ ਦੇ ਓ ਐਸ ਡੀ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ
ਚੰਡੀਗੜ੍ਹ, 9 ਅਕਤੂਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਰਾਜਬੀਰ ਘੁੰਮਣ ਨੂੰ ਸੀ. ਬੀ. ਆਈ. ਦੀ ਐਫ਼. ਆਈ. ਆਰ. ਅਤੇ ਉਨ੍ਹਾਂ ਦੇ ਜੱਦੀ ਘਰ ਦੀ ਤਲਾਸ਼ੀ ਦੇ ਮਾਮਲੇ ਵਿਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਫ਼ਿਲਹਾਲ ਰਾਹਤ ਨਹੀਂ ਮਿਲੀ ਹੈ। ਕੇਂਦਰੀ ਜਾਂਚ ਬਿਊਰੋ ਵੱਲੋਂ ਕੀਤੀ ਜਾ ਰਹੀ ਕਾਰਵਾਈ ਨੂੰ ਚੁਣੌਤੀ ਦਿੰਦਿਆਂ ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ।
ਪਟੀਸ਼ਨ ਤੇ ਸੁਣਵਾਈ ਕਰਦਿਆਂ ਹਾਈ ਕੋਰਟ ਦੇ ਸਿੰਗਲ ਬੈਂਚ ਨੇ ਕੋਈ ਵੀ ਅੰਤਰਿਮ ਰਾਹਤ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ। ਅਦਾਲਤ ਨੇ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੂਰਾ ਕੇਸ ਅਗਲੇਰੀ ਕਾਰਵਾਈ ਅਤੇ ਦਿਸ਼ਾ-ਨਿਰਦੇਸ਼ਾਂ ਲਈ ਹਾਈ ਕੋਰਟ ਦੇ ਮਾਨਯੋਗ ਚੀਫ਼ ਜਸਟਿਸ ਕੋਲ ਭੇਜਣ ਦੇ ਹੁਕਮ ਦਿੱਤੇ ਹਨ। ਜਸਟਿਸ ਜੇ. ਐਸ. ਬੇਦੀ ਨੇ ਕਿਹਾ ਕਿ ਇਹ ਮਾਮਲਾ ਉਨ੍ਹਾਂ ਦੇ ਬੈਂਚ ਸਾਹਮਣੇ ਸੁਣਵਾਈ ਲਈ ਢੁੱਕਵਾਂ ਨਹੀਂ ਹੈ, ਕਿਉਂਕਿ ਸੰਬੰਧਿਤ ਐਫ਼. ਆਈ. ਆਰ. ਦਰਜ ਕਰਨ ਦੇ ਨਿਰਦੇਸ਼ ਹਾਈ ਕੋਰਟ ਦੇ ਡਵੀਜ਼ਨ ਬੈਂਚ ਨੇ ਦਿੱਤੇ ਸਨ। ਅਦਾਲਤ ਨੇ ਪਟੀਸ਼ਨਰ ਨੂੰ ਢੁੱਕਵੇਂ ਮੰਚ ਤੇ ਜਾਣ ਦੀ ਸਲਾਹ ਦਿੱਤੀ।
ਘੁੰਮਣ ਨੇ ਆਪਣੀ ਪਟੀਸ਼ਨ ਵਿਚ ਦਾਅਵਾ ਕੀਤਾ ਹੈ ਕਿ ਉਨ੍ਹਾਂ ਵਿਰੁੱਧ ਕਾਰਵਾਈ ਸ਼ੁਰੂ ਕਰਨ ਤੋਂ ਪਹਿਲਾਂ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 17-ਏ ਤਹਿਤ ਪੰਜਾਬ ਸਰਕਾਰ ਤੋਂ ਲਾਜ਼ਮੀ ਅਗੇਤੀ ਮੰਨਜ਼ੂਰੀ ਨਹੀਂ ਲਈ ਗਈ। ਉਨ੍ਹਾਂ ਦਾ ਕਹਿਣਾ ਹੈ ਕਿ ਸੀ.ਬੀ.ਆਈ. ਦੀ ਜਾਂਚ ਸਰਕਾਰੀ ਕੰਮਕਾਜ ਅਤੇ ਅਧਿਕਾਰੀਆਂ ਦੀਆਂ ਬਦਲੀਆਂ ਤੇ ਤਾਇਨਾਤੀਆਂ ਨਾਲ ਜੁੜੇ ਕਥਿਤ ਫ਼ੈਸਲਿਆਂ ਬਾਰੇ ਹੈ, ਇਸ ਲਈ ਇਸ ਮਾਮਲੇ ਵਿਚ ਉਕਤ ਧਾਰਾ ਦੀ ਸੁਰੱਖਿਆ ਲਾਗੂ ਹੁੰਦੀ ਹੈ।
Chandigarh
ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ
ਮੁੱਖ ਮੰਤਰੀ ਦਫ਼ਤਰ ਵਿੱਚ ਸੀ ਬੀ ਆਈ ਜਾਂਚ ਦੇ ਖ਼ਿਲਾਫ਼ ਪਟੀਸ਼ਨ ਦੀ ਸੁਣਵਾਈ ਮੁਲਤਵੀ
ਚੰਡੀਗੜ੍ਹ, 8 ਅਕਤੂਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਤੋਂ ਜਾਂਚ ਕਰਵਾਉਣ ਦੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਪੰਜਾਬ ਸਰਕਾਰ ਦੀ ਪਟੀਸ਼ਨ ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਸ਼ੁੱਕਰਵਾਰ ਤੱਕ ਟਲ ਗਈ ਹੈ। ਸੁਪਰੀਮ ਕੋਰਟ ਦੇ ਬੈਂਚ ਨੇ ਕਿਹਾ ਕਿ ਮਾਮਲੇ ਦੀ ਸੁਣਵਾਈ ਕੱਲ੍ਹ ਕੀਤੀ ਜਾਵੇਗੀ, ਕਿਉਂਕਿ ਜਸਟਿਸ ਸ਼ੀਲ ਨਾਗੂ ਨੂੰ ਸੰਬੰਧਿਤ ਫਾਈਲ ਦੇਰ ਨਾਲ ਪ੍ਰਾਪਤ ਹੋਈ ਹੈ।
ਮਾਮਲੇ ਦੀ ਸੁਣਵਾਈ ਜਸਟਿਸ ਦੀਪਾਂਕਰ ਦੱਤਾ ਅਤੇ ਜਸਟਿਸ ਸ਼ੀਲ ਨਾਗੂ ਦੇ ਬੈਂਚ ਸਾਹਮਣੇ ਹੋਈ। ਸੁਣਵਾਈ ਸ਼ੁਰੂ ਹੁੰਦਿਆਂ ਹੀ ਜਸਟਿਸ ਦੱਤਾ ਨੇ ਕਿਹਾ ਕਿ ਮਾਮਲੇ ਨੂੰ ਕੱਲ੍ਹ ਲਿਆ ਜਾਵੇਗਾ। ਪੰਜਾਬ ਸਰਕਾਰ ਵੱਲੋਂ ਸੀਨੀਅਰ ਵਕੀਲ ਵਿਕਾਸ ਸਿੰਘ ਨੇ ਸੀ. ਬੀ. ਆਈ. ਵੱਲੋਂ ਕਿਸੇ ਵੀ ਤਤਕਾਲੀ ਕਾਰਵਾਈ ਤੇ ਰੋਕ ਲਗਾਉਣ ਲਈ ਅੰਤਰਿਮ ਹੁਕਮ ਜਾਰੀ ਕਰਨ ਦੀ ਮੰਗ ਕੀਤੀ। ਇਸ ਤੇ ਜਸਟਿਸ ਦੱਤਾ ਨੇ ਕਿਹਾ ਕਿ ਜਦੋਂ ਦੂਜੇ ਜੱਜ ਨੂੰ ਫਾਈਲ ਦੇਖਣ ਦਾ ਮੌਕਾ ਹੀ ਨਹੀਂ ਮਿਲਿਆ ਹੈ ਤਾਂ ਅੰਤਰਿਮ ਹੁਕਮ ਕਿਵੇਂ ਪਾਸ ਕੀਤਾ ਜਾ ਸਕਦਾ ਹੈ।
ਪੰਜਾਬ ਸਰਕਾਰ ਨੇ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਦਿੱਤੇ ਗਏ ਹੁਕਮ ਦੇ ਖ਼ਿਲਾਫ਼ ਵਿਸ਼ੇਸ਼ ਇਜਾਜ਼ਤ ਪਟੀਸ਼ਨ ਦਾਖ਼ਲ ਕੀਤੀ ਹੈ। ਹਾਈ ਕੋਰਟ ਦੇ ਮੁੱਖ ਜੱਜ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਸ਼ੇਸ਼ ਕਾਰਜ ਅਧਿਕਾਰੀ (ਓ. ਐਸ. ਡੀ.) ਰਾਜਬੀਰ ਸਿੰਘ ਘੁੰਮਣ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਲਈ ਸੀ. ਬੀ. ਆਈ. ਨੂੰ ਅਪਰਾਧਿਕ ਮਾਮਲਾ ਦਰਜ ਕਰਨ ਦੇ ਨਿਰਦੇਸ਼ ਦਿੱਤੇ ਸਨ। ਹਾਈ ਕੋਰਟ ਨੇ ਪੰਜਾਬ ਸਰਕਾਰ ਅਤੇ ਪੰਜਾਬ ਪੁਲੀਸ ਨੂੰ ਵੀ ਨਿਰਪੱਖ ਜਾਂਚ ਲਈ ਸੀ. ਬੀ. ਆਈ. ਨੂੰ ਹਰ ਸੰਭਵ ਸਹਾਇਤਾ ਉਪਲਬਧ ਕਰਵਾਉਣ ਦਾ ਹੁਕਮ ਦਿੱਤਾ ਸੀ। ਇਹ ਹੁਕਮ ਵਕੀਲ ਨਿਖਿਲ ਸਰਾਫ਼ ਵੱਲੋਂ ਦਾਇਰ ਜਨਹਿਤ ਪਟੀਸ਼ਨ ਤੇ ਸੁਣਵਾਈ ਦੌਰਾਨ ਦਿੱਤਾ ਗਿਆ ਸੀ।
ਜਨਹਿਤ ਪਟੀਸ਼ਨ ਵਿੱਚ ਦੋਸ਼ ਲਗਾਇਆ ਗਿਆ ਸੀ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਪੰਜਾਬ ਪੁਲੀਸ ਨੂੰ ਕਥਿਤ ਭ੍ਰਿਸ਼ਟਾਚਾਰ ਦੇ ਸੰਬੰਧ ਵਿੱਚ ਸੂਚਨਾ ਦਿੱਤੇ ਜਾਣ ਦੇ ਬਾਵਜੂਦ ਪੁਲੀਸ ਨੇ ਉਚਿਤ ਕਾਰਵਾਈ ਨਹੀਂ ਕੀਤੀ। ਸੁਣਵਾਈ ਦੌਰਾਨ ਸਾਹਮਣੇ ਆਇਆ ਸੀ ਕਿ ਈ.ਡੀ. ਨੇ ਨਿਤਿਨ ਗੋਹਲ ਨਾਮਕ ਵਿਅਕਤੀ ਨਾਲ ਜੁੜੇ ਦੋਸ਼ਾਂ ਨੂੰ ਵੀ ਚਿੰਨ੍ਹਿਤ ਕੀਤਾ ਸੀ। ਦੋਸ਼ ਹੈ ਕਿ ਉਹ ਪੰਜਾਬ ਸਰਕਾਰ ਤੋਂ ਵੱਖ-ਵੱਖ ਤਰ੍ਹਾਂ ਦੇ ਲਾਭ ਲੈਣ ਦੇ ਇੱਛੁਕ ਲੋਕਾਂ ਅਤੇ ਸੰਬੰਧਿਤ ਧਿਰਾਂ ਵਿਚਕਾਰ ਵਿਚੋਲੇ ਵਜੋਂ ਕੰਮ ਕਰਦਾ ਸੀ। ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਤਬਾਲਿਆਂ ਵਿੱਚ ਮਦਦ, ਗੁਪਤ ਸਰਕਾਰੀ ਦਸਤਾਵੇਜ਼ਾਂ ਤੱਕ ਪਹੁੰਚ ਦਿਵਾਉਣ, ਹਥਿਆਰਾਂ ਦੇ ਲਾਇਸੈਂਸ ਹਾਸਲ ਕਰਵਾਉਣ ਅਤੇ ਹੋਰ ਲਾਭ ਦਿਵਾਉਣ ਵਰਗੀਆਂ ਗੱਲਾਂ ਸ਼ਾਮਲ ਹਨ। ਹਾਈ ਕੋਰਟ ਨੇ ਉਪਲਬਧ ਸਮੱਗਰੀ ਤੇ ਵਿਚਾਰ ਕਰਨ ਤੋਂ ਬਾਅਦ ਸੀ. ਬੀ. ਆਈ. ਨੂੰ ਅਪਰਾਧਿਕ ਮਾਮਲਾ ਦਰਜ ਕਰਕੇ ਜਾਂਚ ਦੇ ਨਿਰਦੇਸ਼ ਦਿੱਤੇ ਸਨ।
ਇਸ ਉਪਰੰਤ ਮੰਗਲਵਾਰ ਨੂੰ, ਸੀਨੀਅਰ ਵਕੀਲ ਵਿਕਾਸ ਸਿੰਘ ਨੇ ਭਾਰਤ ਦੇ ਚੀਫ਼ ਜਸਟਿਸ ਦੇ ਸਾਹਮਣੇ ਮਾਮਲੇ ਦੀ ਤੁਰੰਤ ਸੁਣਵਾਈ ਦੀ ਮੰਗ ਕੀਤੀ ਸੀ। ਉਨ੍ਹਾਂ ਦਾਅਵਾ ਕੀਤਾ ਕਿ ਇਹ ਮਾਮਲਾ ਰਾਜਨੀਤਿਕ ਤੌਰ ਤੇ ਪ੍ਰੇਰਿਤ ਹੈ ਅਤੇ ਰਾਜ ਵਿਧਾਨਸਭਾ ਚੋਣਾਂ ਨੇੜੇ ਆਉਣ ਕਾਰਨ ਇਸਦੀ ਪੈਰਵੀ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਨੇ ਹਾਈ ਕੋਰਟ ਦੇ ਹੁਕਮ ਨੂੰ ਸੁਪਰੀਮ ਕੋਰਟ ਦੇ ਵਿਜੇ ਮਦਨਲਾਲ ਚੌਧਰੀ ਮਾਮਲੇ ਵਿੱਚ ਦਿੱਤੇ ਗਏ ਫ਼ੈਸਲੇ ਦੇ ਉਲਟ ਦੱਸਦਿਆਂ ਚੁਣੌਤੀ ਦਿੱਤੀ ਹੈ। ਮੁੱਖ ਜੱਜ ਨੇ ਮੰਗਲਵਾਰ ਨੂੰ ਉਸੇ ਦਿਨ ਸੁਣਵਾਈ ਦੀ ਮੰਗ ਸਵੀਕਾਰ ਨਹੀਂ ਕੀਤੀ ਸੀ ਪਰ ਵੀਰਵਾਰ ਨੂੰ ਮਾਮਲੇ ਨੂੰ ਸੂਚੀਬੱਧ ਕਰਨ ਤੇ ਸਹਿਮਤੀ ਜਤਾਈ ਸੀ। ਹੁਣ ਸੁਪਰੀਮ ਕੋਰਟ ਵਿੱਚ ਇਸ ਮਾਮਲੇ ਤੇ ਕੱਲ੍ਹ ਸੁਣਵਾਈ ਹੋਵੇਗੀ।
-
National2 months agoਹਸਪਤਾਲ ਵਿੱਚ ਵੈਂਟੀਲੇਟਰ ਫਟਣ ਕਾਰਨ ਲੱਗੀ ਅੱਗ ਵਿੱਚ 3 ਨਵਜੰਮੇ ਬੱਚਿਆਂ ਦੀ ਮੌਤ
-
International4 weeks ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International1 month agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
Mohali2 months agoਬੂਥ ਮਾਰਕੀਟ ਐਸੋਸੀਏਸ਼ਨ ਫੇਜ਼ 2 ਮੁਹਾਲੀ ਦਾ ਵਫਦ ਮੇਅਰ ਸਰਬਜੀਤ ਸਿੰਘ ਸਮਾਣਾ ਨੂੰ ਮਿਲਿਆ
-
International1 month agoਨੇਪਾਲ ਵਿੱਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 210 ਹੋਈ, ਕਈ ਲਾਪਤਾ
-
International1 month agoਤਿੱਬਤ ਤੋਂ ਆਏ ਹੜ੍ਹ ਕਾਰਨ ਨੇਪਾਲ ਵਿੱਚ ਭਾਰੀ ਤਬਾਹੀ, ਦਰਜਨਾਂ ਪਿੰਡ ਤਬਾਹ
-
International3 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
