Connect with us

Editorial

ਅਕਾਲੀ ਵਿਧਾਇਕ ਵਲੋਂ ਪਾਰਟੀ ਛੱਡਣ ਤੋਂ ਬਾਅਦ ਹੋਰ ਕਮਜ਼ੋਰ ਹੋਈ ਸੁਖਬੀਰ ਬਾਦਲ ਦੀ ਸਥਿਤੀ

Published

on

 

ਇੱਕ ਪਾਸੇ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅਕਾਲੀ ਦਲ ਨੂੰ ਮੁੜ ਮਜਬੂਤ ਕਰਨ ਲਈ ਯਤਨ ਕੀਤੇ ਜਾ ਰਹੇ ਹਨ ਉੱਥੇ ਦੂਜੇ ਪਾਸੇ ਉਹਨਾਂ ਦੇ ਨੇੜਲੇ ਸਾਥੀ ਪਾਰਟੀ ਛੱਡਦੇ ਜਾ ਰਹੇ ਹਨ। ਬੀਤੇ ਦਿਨੀਂ ਸੁਖਬੀਰ ਬਾਦਲ ਦੇ ਨੇੜੇ ਸਮਝੇ ਜਾਂਦੇ ਵਿਧਾਇਕ ਡਾ. ਸੁੱਖੀ ਅਕਾਲੀ ਪਾਰਟੀ ਨੂੰ ਅਲਵਿਦਾ ਕਹਿ ਗਏ ਜਿਸ ਨਾਲ ਪੰਜਾਬ ਵਿਧਾਨ ਸਭਾ ਵਿੱਚ ਅਕਾਲੀ ਦਲ ਦੇ ਵਿਧਾਇਕਾਂ ਦੀ ਗਿਣਤੀ ਘੱਟ ਕੇ ਤਿੰਨ ਤੋਂ ਦੋ ਰਹਿ ਗਈ ਹੈ।

ਅਕਾਲੀ ਦਲ ਦੇ ਵਿਰੋਧੀ ਆਗੂਆਂ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਇਹ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਇੱਕ ਹੋਰ ਅਕਾਲੀ ਵਿਧਾਇਕ ਸੁਖਬੀਰ ਬਾਦਲ ਨਾਲ ਨਾਰਾਜ਼ ਹੈ ਅਤੇ ਉਹ ਵੀ ਪਾਰਟੀ ਛੱਡ ਕੇ ਜਾ ਸਕਦਾ ਹੈ। ਜੇਕਰ ਅਕਾਲੀ ਦਲ ਨੂੰ ਛੱਡਣ ਵਾਲੇ ਡਾ. ਸੁਖੀ ਦੀ ਗੱਲ ਕੀਤੀ ਜਾਵੇ ਤਾਂ ਉਹ ਪਾਰਟੀ ਦੇ ਇਕਲੌਤੇ ਦਲਿਤ ਵਿਧਾਇਕ ਸਨ।

ਡਾ. ਸੁੱਖੀ ਵਲੋਂ ਪਾਰਟੀ ਛੱਡੇ ਜਾਣ ਨਾਲ ਸੁਖਬੀਰ ਸਿੰਘ ਬਾਦਲ ਨੂੰ ਵੀ ਹੈਰਾਨੀ ਹੋਈ ਹੈ ਅਤੇ ਹੁਣ ਸੁਖਬੀਰ ਬਾਦਲ ਵਲੋਂ ਉਹਨਾਂ ਕਾਰਨਾਂ ਦਾ ਪਤਾ ਲਗਾਉਣਾ ਆਰੰਭ ਕਰ ਦਿੱਤਾ ਗਿਆ ਹੈ, ਜਿਹਨਾਂ ਕਰਕੇ ਡਾ. ਸੁੱਖੀ ਨੇ ਪਾਰਟੀ ਛੱਡੀ।

ਸੁਖਬੀਰ ਬਾਦਲ ਦੀ ਵਿਰੋਧਤਾ ਕਰਨ ਵਾਲੇ ਧੜੇ (ਅਕਾਲੀ ਦਲ ਸੁਧਾਰ ਲਹਿਰ) ਦੇ ਕਨਵੀਨਰ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਦਾ ਕਹਿਣਾ ਹੈ ਕਿ ਵਿਧਾਨ ਸਭਾ ਚੋਣਾਂ ਵਿੱਚ ਹਾਰ ਤੋਂ ਬਾਅਦ ਪਾਰਟੀ ਵਲੋਂ ਹਾਰ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਸਾਬਕਾ ਵਿਧਾਇਕ ਇੱਕਬਾਲ ਸਿੰਘ ਝੂੰਦਾ ਦੀ ਅਗਵਾਈ ਹੇਠ 13 ਮੈਂਬਰੀ ਕਮੇਟੀ ਗਠਿਤ ਕੀਤੀ ਸੀ, ਜਿਸ ਵਿਚੋਂ 6 ਸੀਨੀਅਰ ਮੈਂਬਰ ਪਾਰਟੀ ਛੱਡ ਚੁੱਕੇ ਹਨ। ਉਹਨਾਂ ਦਾ ਦਾਅਵਾ ਹੈ ਕਿ ਕੋਰ ਕਮੇਟੀ ਦੇ ਵੀ ਅੱਧੇ ਤੋਂ ਵੱਧ ਮੈਂਬਰ ਸੁਖਬੀਰ ਬਾਦਲ ਦਾ ਸਾਥ ਛੱਡ ਚੁੱਕੇ ਹਨ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰਾਂ ਕਰਨੈਲ ਸਿੰਘ ਪੰਜੋਲੀ, ਭਾਈ ਮਨਜੀਤ ਸਿੰਘ, ਬੀਬੀ ਪਰਮਜੀਤ ਕੌਰ ਲਾਂਡਰਾ ਅਤੇ ਹੋਰਨਾਂ ਵਲੋਂ ਸ੍ਰੀ ਅਕਾਲ ਤਖਤ ਦੇ ਜਥੇਦਾਰ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਗਈ ਹੈ ਕਿ ਸੁਖਬੀਰ ਬਾਦਲ ਨੇ ਪਿਛਲੀਆਂ ਸਾਰੀਆਂ ਗਲਤੀਆਂ ਕਬੂਲ ਕਰ ਲਈਆਂ ਹਨ, ਇਸ ਲਈ ਹੁਣ ਸੁਖਬੀਰ ਬਾਦਲ ਨੂੰ ਅਕਾਲੀ ਦਲ ਦਾ ਪ੍ਰਧਾਨ ਬਣਨ ਦਾ ਕੋਈ ਹੱਕ ਨਹੀਂ ਰਹਿ ਗਿਆ।

ਤੇਜੀ ਨਾਲ ਬਦਲਦੇ ਘਟਨਾ ਚੱਕਰ ਦੌਰਾਨ ਅਕਾਲੀ ਦਲ ਬਾਦਲ ਆਏ ਦਿਨ ਨਵੇਂ ਸੰਕਟ ਵਿੱਚ ਘਿਰਦਾ ਜਾ ਰਿਹਾ ਹੈ। ਦਲਿਤ ਵਿਧਾਇਕ ਡਾ. ਸੁੱਖੀ ਦੇ ਪਾਰਟੀ ਛੱਡਣ ਅਤੇ ਆਮ ਆਦਮੀ ਪਾਰਟੀ ਵਿੱਚ ਚਲੇ ਜਾਣ ਤੋਂ ਬਾਅਦ ਅਕਾਲੀ ਦਲ ਬਾਦਲ ਨੂੰ ਦਲਿਤ ਵਰਗ ਦਾ ਸਮਰਥਣ ਘੱਟ ਹੋ ਜਾਣ ਦੀ ਚਰਚਾ ਵੀ ਹੋ ਰਹੀ ਹੈ।

ਸਭ ਤੋਂ ਮੁਸਕਿਲ ਸਥਿਤੀ ਤਾਂ ਇਸ ਸਮੇਂ ਟਕਸਾਲੀ ਅਕਾਲੀ ਵਰਕਰਾਂ ਅੱਗੇ ਆਣ ਖੜੀ ਹੋਈ ਹੈ। ਉਹਨਾਂ ਨੂੰ ਹੁਣ ਇਹ ਸਮਝ ਨਹੀਂ ਆ ਰਹੀ ਕਿ ਇਸ ਸਮੇਂ ਉਹ ਸੁਖਬੀਰ ਬਾਦਲ ਦਾ ਸਾਥ ਦੇਣ ਜਾਂ ਬਾਗੀ ਅਕਾਲੀ ਆਗੂਆਂ ਦਾ, ਕਿਉਂਕਿ ਉਹਨਾਂ ਲਈ ਤਾਂ ਦੋਵੇਂ ਧਿਰਾਂ ਦੇ ਆਗੂ ਹੀ ਸਤਿਕਾਰਤ ਹਨ। ਪਾਰਟੀ ਦੇ ਟਕਸਲੀ ਵਰਕਰ ਤਾਂ ਦੋਵਾਂ ਧਿਰਾਂ ਦੀ ਸਾਂਝੇ ਰੂਪ ਵਿੱਚ ਕੀਤੀ ਅਗਵਾਈ ਵਿੱਚ ਵੱਖ ਵੱਖ ਮੋਰਚਿਆਂ ਵਿੱਚ ਭਾਗ ਲੈਂਦੇ ਆਏ ਹਨ। ਇਹਨਾਂ ਵਰਕਰਾਂ ਨੂੰ ਇਹ ਵੀ ਲੱਗਦਾ ਹੈ ਕਿ ਇਹ ਦੋਵੇਂ ਧੜੇ ਆਉਣ ਵਾਲੇ ਸਮੇਂ ਵਿੱਚ ਮੁੜ ਇਕੱਠੇ ਵੀ ਹੋ ਸਕਦੇ ਹਨ ਅਤੇ ਅਜਿਹੀ ਹਾਲਤ ਵਿੱਚ ਉਹਨਾਂ ਦੇ ਕਿਸੇ ਇੱਕ ਧੜੇ ਦਾ ਸਾਥ ਦੇਣ ਤੇ ਬਾਅਦ ਵਿੱਚ ਉਹ ਦੂਜੀ ਧਿਰ ਦੇ ਨਿਸ਼ਾਨੇ ਤੇ ਰਹਿਣਗੇ। ਇਸ ਸਾਰੇ ਕੁੱਝ ਕਾਰਨ ਟਕਸਾਲੀ ਵਰਕਰ ਵੀ ਅਕਾਲੀ ਦਲ ਦੀ ਮੌਜੂਦਾ ਸਥਿਤੀ ਤੋਂ ਨਿਰਾਸ਼ ਦਿਖਦੇ ਹਨ, ਜਿਸ ਦਾ ਅਕਾਲੀ ਦਲ ਬਾਦਲ ਨੂੰ ਵੱਡਾ ਨੁਕਸਾਨ ਹੋ ਸਕਦਾ ਹੈ।

ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿੱਚ ਤਿੰਨ ਵਿਧਾਨਸਭਾ ਹਲਕਿਆਂ ਦੀ ਜ਼ਿਮਨੀ ਚੋਣ, ਪੰਚਾਇਤੀ ਚੋਣਾਂ ਅਤੇ ਕੁੱਝ ਨਗਰ ਨਿਗਮਾਂ ਦੀਆਂ ਚੋਣਾਂ ਹੋਣੀਆਂ ਹਨ ਅਤੇ ਸਿਆਸੀ ਪਾਰਟੀਆਂ ਵਲੋਂ ਇਹਨਾਂ ਚੋਣਾ ਸੰਬੰਧੀ ਹੁਣੇ ਤੋਂ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ, ਪਰੰਤੂ ਅਕਾਲੀ ਦਲ ਇਸ ਮਾਮਲੇ ਵਿੱਚ ਪਿੱਛੇ ਰਹਿ ਗਿਆ ਲੱਗਦਾ ਹੈ। ਅਕਾਲੀ ਦਲ ਤਾਂ ਆਪਣੇ ਅੰਦਰੂਨੀ ਸੰਕਟ ਵਿੱਚ ਹੀ ਉਲਝਿਆ ਹੋਇਆ ਹੈ ਅਤੇ ਇਸ ਸੰਕਟ ਵਿਚੋਂ ਨਿਕਲਣ ਲਈ ਅਕਾਲੀ ਆਗੂਆਂ ਨੂੰ ਕੋਈ ਰਾਹ ਨਹੀਂ ਲੱਭ ਰਿਹਾ। ਬਾਗੀ ਅਕਾਲੀ ਆਗੂ ਜਿੱਥੇ ਸੁਖਬੀਰ ਬਾਦਲ ਤੋਂ ਪ੍ਰਧਾਨਗੀ ਤੋਂ ਅਸਤੀਫਾ ਲੈਣ ਲਈ ਅੜੇ ਹੋਏ ਹਨ, ਉਥੇ ਸੁਖਬੀਰ ਬਾਦਲ ਪਾਰਟੀ ਦੀ ਪ੍ਰਧਾਨਗੀ ਨਾ ਛੱਡਣ ਲਈ ਅੜੇ ਹੋਏ ਹਨ।

ਆਮ ਟਕਸਾਲੀ ਵਰਕਰਾਂ ਦਾ ਕਹਿਣਾ ਹੈ ਕਿ ਅਕਾਲੀ ਦਲ ਦਾ ਇਤਿਹਾਸ ਕੁਰਬਾਨੀਆਂ ਭਰਿਆ ਹੈ ਅਤੇ ਇਸ ਸਮੇਂ ਵੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਨੂੰ ਆਪਣੇ ਅਹੁਦਿਆਂ ਦੀ ਕੁਰਬਾਨੀ ਦੇ ਕੇ ਪਾਰਟੀ ਨੂੰ ਸੰਕਟ ਵਿਚੋਂ ਕੱਢਣਾ ਚਾਹੀਦਾ ਹੈ। ਹੁਣ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ ਕਿ ਅਕਾਲੀ ਦਲ ਆਪਣੇ ਮੌਜੂਦਾ ਸੰਕਟ ਵਿਚੋਂ ਕਿਸ ਤਰ੍ਹਾਂ ਬਾਹਰ ਨਿਕਲਦਾ ਹੈ ਅਤੇ ਇਸੇ ਤੇ ਅਕਾਲੀ ਦਲ ਦਾ ਭਵਿੱਖ ਵੀ ਨਿਰਭਰ ਕਰਦਾ ਹੈ।

ਬਿਊਰੋ

Continue Reading

Editorial

ਵੱਡੇ ਪੱਧਰ ਤੇ ਹੁੰਦੀ ਨਕਲੀ ਅਤੇ ਮਿਲਾਵਟੀ ਸਾਮਾਨ ਦੀ ਵਿਕਰੀ ਤੇ ਕਾਬੂ ਕਰਨ ਲਈ ਸਖਤ ਕਾਰਵਾਈ ਜਰੂਰੀ

Published

on

By

 

 

ਅਸੀਂ ਸਾਰੇ ਹੀ ਜਾਣਦੇ ਹਾਂ ਕਿ ਸਾਡੇ ਦੇਸ਼ ਵਿੱਚ ਮਿਲਾਵਟੀ ਅਤੇ ਨਕਲੀ ਸਾਮਾਨ ਦੀ ਵਿਕਰੀ ਦਾ ਧੰਦਾ ਖੁੱਲੇਆਮ ਚਲਦਾ ਹੈ ਅਤੇ ਜਿੱਥੇ ਵੀ ਵੇਖੋ ਅਜਿਹਾ ਸਾਮਾਨ ਆਮ ਵੇਚਿਆ ਜਾਂਦਾ ਹੈ। ਮਿਲਾਵਟੀ ਸਾਮਾਨ ਵੇਚਣ ਵਾਲਿਆਂ ਵਲੋਂ ਸਭ ਤੋਂ ਜ਼ਿਆਦਾ ਮਿਲਾਵਟ ਖਾਣ-ਪੀਣ ਵਾਲੀਆਂ ਵਸਤੂਆਂ ਵਿੱਚ ਹੀ ਕੀਤੀ ਜਾਂਦੀ ਹੈ ਅਤੇ ਅਤੇ ਬਾਜਾਰਾਂ ਵਿੱਚ ਵਿਕਦਾ ਖਾਣ ਪੀਣ ਦਾ ਇਹ ਮਿਲਾਵਟੀ ਸਾਮਾਨ ਲੋਕਾਂ ਦੀ ਸਿਹਤ ਨੂੰ ਭਾਰੀ ਨੁਕਸਾਨ ਪਹੁੰਚਾਉਂਦਾ ਹੈ।

ਹਾਲਾਤ ਇਹ ਹਨ ਕਿ ਬਾਜ਼ਾਰ ਵਿੱਚ ਵਿਕਣ ਵਾਲੀ ਹਰ ਚੀਜ਼ ਵਿੱਚ ਵੱਡੇ ਪੱਧਰ ਤੇ ਮਿਲਾਵਟ ਕੀਤੀ ਜਾਂਦੀ ਹੈ ਅਤੇ ਇਸ ਦੌਰਾਨ ਸਭ ਤੋਂ ਜਿਆਦਾ ਮਿਲਾਵਟ ਦੁੱਧ ਅਤੇ ਉਸ ਤੋਂ ਬਣਨ ਵਾਲੀਆਂ ਵਸਤੂਆਂ ਵਿੱਚ ਹੀ ਹੁੰਦੀ ਹੈ। ਅਸਲੀਅਤ ਇਹ ਹੈ ਕਿ ਸਾਡੇ ਦੇਸ਼ ਵਿੱਚ ਦੁੱਧ ਦੀ ਜਿੰਨੀ ਖਪਤ ਹੁੰਦੀ ਹੈ ਉਸਦੇ ਮੁਕਾਬਲੇ ਉਸਦਾ ਉਤਪਾਦਨ ਅੱਧੇ ਤੋਂ ਵੀ ਘੱਟ ਹੈ ਅਤੇ ਦੁੱਧ ਦੀ ਖਪਤ ਵਿੱਚ ਹੋਣ ਵਾਲੇ ਵਾਧੇ ਨਾਲ ਉਤਪਾਦਨ ਅਤੇ ਮੰਗ ਵਿਚਲਾ ਇਹ ਪਾੜਾ ਹੋਰ ਵੀ ਵੱਧ ਜਾਂਦਾ ਹੈ। ਇਸਦੇ ਨਾਲ ਹੀ ਦੁੱਧ ਤੋਂ ਬਣਨ ਵਾਲੀਆਂ ਮਿਠਾਈਆਂ ਅਤੇ ਹੋਰ ਪਦਾਰਥ ਵੀ ਬਹੁਤ ਜ਼ਿਆਦਾ ਖਰੀਦੇ ਵੇਚੇ ਜਾਂਦੇ ਹਨ ਅਤੇ ਇਹੀ ਕਾਰਨ ਹੈ ਕਿ ਖਪਤ ਜ਼ਿਆਦਾ ਹੋਣ ਕਾਰਨ ਨਕਲੀ ਦੁੱਧ, ਖੋਆ ਅਤੇ ਪਨੀਰ ਦਾ ਕਾਰੋਬਾਰ ਧੜੱਲੇ ਨਾਲ ਚਲਦਾ ਹੈ।

ਬਾਜਾਰਾਂ ਵਿੱਚ ਹੋਣ ਵਾਲੀ ਵਿਕਰੀ ਵਿੱਚ ਜਿਵੇਂ ਜਿਵੇਂ ਵਾਧਾ ਹੁੰਦਾ ਹੈ, ਮਿਲਾਵਟੀ ਅਤੇ ਨਕਲੀ ਸਾਮਾਨ ਵੇਚਣ ਵਲਿਆਂ ਦਾ ਮੁਨਾਫਾ ਵੀ ਵੱਧਦਾ ਹੈ ਜਿਸ ਕਾਰਨ ਹਰ ਤਰ੍ਹਾਂ ਦੇ ਸਾਮਾਨ ਵਿੱਚ ਮਿਲਾਵਟ ਕਰਨ ਵਾਲੇ ਕੁੱਝ ਜਿਆਦਾ ਹੀ ਸਰਗਰਮ ਹੋ ਜਾਂਦੇ ਹਨ। ਇਸ ਸੰਬੰਧੀ ਟੀ ਵੀ ਚੈਨਲਾਂ ਵਲੋਂ ਸਮੇਂ ਸਮੇਂ ਤੇ ਦੇਸ਼ ਭਰ ਵਿੱਚ ਨਕਲੀ ਦੁੱਧ, ਖੋਆ, ਪਨੀਰ ਅਤੇ ਨਕਲੀ ਮਿਠਾਈਆਂ ਤਿਆਰ ਕਰਕੇ ਵੇਚੇ ਜਾਣ ਸੰਬੰਧੀ ਜਿਹੜੀਆਂ ਰਿਪੋਰਟਾਂ ਨਸ਼ਰ ਕੀਤੀਆਂ ਜਾਂਦੀਆਂ ਹਨ ਉਹ ਲੂ ਕੰਢੇ ਖੜ੍ਹੇ ਕਰਨ ਵਾਲੀਆਂ ਹੁੰਦੀਆਂ ਹਨ।

ਮਿਲਾਵਟ ਦਾ ਇਹ ਕਾਰੋਬਾਰ ਸਿਰਫ ਦੁੱਧ ਅਤੇ ਉਸਤੋਂ ਬਣਨ ਵਾਲੇ ਸਾਮਾਨ ਤਕ ਹੀ ਸੀਮਿਤ ਨਹੀਂ ਹੈ ਬਲਕਿ ਅੱਜ ਕੱਲ ਤਾਂ ਬਾਜਾਰਾਂ ਵਿੱਚ ਵਿਕਦੇ ਹਰ ਤਰ੍ਹਾਂ ਦੇ ਖਾਣ ਪੀਣ ਦੇ ਸਾਮਾਨ (ਅਨਾਜ, ਦਾਲਾਂ, ਮਸਾਲੇ ਅਤੇ ਖੁਰਾਕੀ ਤੇਲ ਸਮੇਤ ਖਾਣ ਪੀਣ ਦੇ ਹਰ ਤਰ੍ਹਾਂ ਦੇ ਸਾਮਾਨ) ਵਿੱਚ ਵੱਡੇ ਪੱਧਰ ਉਪਰ ਮਿਲਾਵਟ ਕੀਤੀ ਜਾਂਦੀ ਹੈ। ਇਸ ਸੰਬੰਧੀ ਸਮੇਂ ਸਮੇਂ ਤੇ ਸ਼ਿਕਾਇਤਾਂ ਵੀ ਸਾਮ੍ਹਣੇ ਆਉਂਦੀਆਂ ਹਨ ਪਰੰਤੂ ਹਾਲਾਤ ਵਿੱਚ ਕੋਈ ਫਰਕ ਨਹੀਂ ਪੈਂਦਾ। ਇਸ ਦੌਰਾਨ ਵਪਾਰੀ ਅਤੇ ਦੁਕਾਨਦਾਰ ਆਪਣਾ ਮੁਨਾਫਾ ਵਧਾਉਣ ਲਈ ਮਿਲਾਵਟੀ ਸਾਮਾਨ ਵੇਚ ਕੇ ਆਮ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਦੇ ਹਨ ਪਰੰਤੂ ਉਹਨਾਂ ਦੇ ਖਿਲਾਫ ਕਾਰਵਾਈ ਕਰਨ ਵਾਲਾ ਤੰਤਰ ਜਿਵੇਂ ਡੂੰਘੀ ਨੀਂਦ ਸੁੱਤਾ ਰਹਿੰਦਾ ਹੈ। ਆਮ ਲੋਕਾਂ ਨੂੰ ਪਤਾ ਹੀ ਨਹੀਂ ਲੱਗਦਾ ਕਿ ਉਹ ਜਿਹੜੀ ਚੀਜ਼ ਖਾ ਰਹੇ ਹਨ, ਉਹ ਨਾ ਸਿਰਫ ਮਿਲਾਵਟੀ ਹੈ ਬਲਕਿ ਉਹਨਾਂ ਦੀ ਸਿਹਤ ਲਈ ਨੁਕਸਾਨਦੇਹ ਵੀ ਹੈ।

ਦੇਸ਼ ਵਿੱਚ ਖੁੱਲੇਆਮ ਚਲਦੀ ਮਿਲਾਵਟੀ ਸਾਮਾਨ ਦੀ ਵਿਕਰੀ ਦੀ ਇਹ ਕਾਰਵਾਈ ਦੇਸ਼ ਦੇ ਖਜਾਨੇ ਨੂੰ ਵੀ ਖੋਰਾ ਲਗਾਉਂਦੀ ਹੈ ਕਿਉਂਕਿ ਮਿਲਾਵਟੀ ਸਾਮਾਨ ਦਾ ਇਹ ਸਾਰਾ ਕਾਰੋਬਾਰ ਦੋ ਨੰਬਰ ਵਿੱਚ ਹੀ ਹੁੰਦਾ ਹੈ। ਇਸ ਸੰਬੰਧੀ ਆਮ ਲੋਕ ਇਹ ਇਲਜਾਮ ਵੀ ਲਗਾਉਂਦੇ ਹਨ ਕਿ ਨਕਲੀ ਅਤੇ ਮਿਲਾਵਟੀ ਸਾਮਾਨ ਦਾ ਇਹ ਕਾਲਾ ਕਾਰੋਬਾਰ ਵੱਡੇ ਰਾਜਨੇਤਾਵਾਂ ਅਤੇ ਨੌਕਰਸ਼ਾਹਾਂ ਦੀ ਸਰਪਰਸਤੀ ਵਿੱਚ ਹੀ ਚਲਦਾ ਹੈ ਜਿਸਦੀ ਕਮਾਈ ਦਾ ਹਿੱਸਾ ਵੀ ਉੱਪਰ ਤਕ ਜਾਂਦਾ ਹੈ। ਇਸ ਤਰੀਕੇ ਨਾਲ ਸ਼ਰੇਆਮ ਹੁੰਦੀ ਮਿਲਾਵਟੀ ਅਤੇ ਨਕਲੀ ਸਾਮਾਨ ਦੀ ਵਿਕਰੀ ਸਰਕਾਰ ਦੀ ਕਾਰਗੁਜਾਰੀ ਤੇ ਵੀ ਸਵਾਲੀਆ ਨਿਸ਼ਾਨ ਚੁੱਕਦੀ ਹੈ।

ਨਕਲੀ ਅਤੇ ਮਿਲਾਵਟੀ ਸਾਮਾਨ ਦੀ ਖੁੱਲੇਆਮ ਵਿਕਰੀ ਦੀ ਇਸ ਕਾਰਵਾਈ ਤੇ ਕਾਬੂ ਕਰਨ ਲਈ ਜਰੂਰੀ ਹੈ ਕਿ ਕੇਂਦਰ ਅਤੇ ਰਾਜ ਸਰਕਾਰਾਂ ਵਲੋਂ ਦੇਸ਼ ਭਰ ਵਿਚ ਇਸਦੇ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾਵੇ ਅਤੇ ਇਸ ਕਾਲੇ ਕਾਰੋਬਾਰ ਤੇ ਸਖਤੀ ਨਾਲ ਰੋਕ ਲਗਾਈ ਜਾਵੇ। ਪਰੰਤੂ ਇਸ ਸੰਬੰਧੀ ਸਰਕਾਰੀ ਪੱਧਰ ਤੇ ਹੋਣ ਵਾਲੀ ਕਾਰਵਾਈ ਦੀ ਅਣਹੋਂਦ ਕਾਰਨ ਮਿਲਾਵਟੀ ਸਾਮਾਨ ਦੀ ਇਸ ਵਿਕਰੀ ਦਾ ਅਮਲ ਲਗਾਤਾਰ ਵੱਧਦਾ ਜਾ ਰਿਹਾ ਹੈ। ਸਰਕਾਰ ਦੀ ਜਿੰਮੇਵਾਰੀ ਬਣਦੀ ਹੈ ਕਿ ਇਸ ਸਾਰੇ ਕੁੱਝ ਤੇ ਕਾਬੂ ਕਰਨ ਲਈ ਸਖਤ ਕਦਮ ਚੁੱਕੇ ਅਤੇ ਇਸ ਤਰੀਕੇ ਨਾਲ ਮਿਲਾਵਟੀ ਸਾਮਾਨ ਵੇਚ ਕੇ ਆਮ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਅਨਸਰਾਂ ਨੂੰ ਕਾਬੂ ਕਰਕੇ ਉਹਨਾਂ ਦੇ ਖਿਲਾਫ ਬਣਦੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇ ਤਾਂ ਜੋ ਇਸ ਤਰੀਕੇ ਨਾਲ ਆਮ ਲੋਕਾਂ ਦੀ ਸਿਹਤ ਨਾਲ ਖਿਲਵਾੜ ਦੀ ਇਸ ਕਾਰਵਾਈ ਤੇ ਤੇ ਰੋਕ ਲੱਗੇ।

Continue Reading

Editorial

ਕੀ ਭਾਰਤ ਦੀ ਸਿਆਸਤ ਵਿੱਚ ਪਹਿਲਾਂ ਵਾਂਗ ਤਾਕਤਵਰ ਬਣ ਕੇ ਉਭਰ ਸਕਣਗੀਆਂ ਕਮਿਊਨਿਸਟ ਪਾਰਟੀਆਂ?

Published

on

By

 

ਸਮਾਜ ਵਿੱਚ ਬਦਲਾਓ ਦੇ ਅਨੁਸਾਰ ਖੁਦ ਨੂੰ ਬਦਲ ਨਹੀਂ ਸਕੀਆਂ ਕਮਿਊਨਿਸਟ ਪਾਰਟੀਆਂ

ਭਾਰਤ ਦੇ ਆਜਾਦ ਹੋਣ ਤੋਂ ਪਹਿਲਾਂ ਤੋਂ ਹੀ ਭਾਰਤ ਦੀ ਸਿਆਸਤ ਤੇ ਭਾਰਤ ਦੀਆਂ ਕਮਿਊਨਿਸਟ ਪਾਰਟੀਆਂ ਦਾ ਕਾਫੀ ਪ੍ਰਭਾਵ ਰਿਹਾ ਹੈ। ਇਕ ਸਮਾਂ ਤਾਂ ਅਜਿਹਾ ਵੀ ਸੀ ਜਦੋਂ ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਭਾਰਤ ਦੇ ਪ੍ਰਧਾਨ ਮੰਤਰੀ ਦੀ ਚੋਣ ਵਿੱਚ ਕਮਿਉਨਿਸਟ ਪਾਰਟੀਆਂ ਅਹਿਮ ਭੂਮਿਕਾ ਨਿਭਾਉਂਦੀਆਂ ਹੁੰਦੀਆਂ ਸਨ, ਪਰ ਅੱਜ ਭਾਰਤ ਦੀ ਸਿਆਸਤ ਵਿੱਚ ਕਮਿਉਨਿਸਟ ਪਾਰਟੀਆਂ ਦੀ ਜੋ ਸਥਿਤੀ ਹੈ, ਉਹ ਸਭ ਦੇ ਸਾਹਮਣੇ ਹੈ। ਭਾਰਤ ਦੀਆਂ ਵੱਖ ਵੱਖ ਕਮਿਊਨਿਸਟ ਜਾਂ ਖੱਬੇ ਪੱਖੀ ਪਾਰਟੀਆਂ ਇਸ ਸਮੇਂ ਭਾਰਤ ਦੀ ਸਿਆਸਤ ਵਿੱਚ ਮੁੜ ਆਪਣਾ ਦਬਦਬਾ ਕਾਇਮ ਕਰਨ ਦੇ ਯਤਨ ਕਰ ਰਹੀਆਂ ਹਨ, ਪਰੰਤੂ ਉਹਨਾਂ ਨੂੰ ਇਸ ਵਿੱਚ ਖਾਸ ਸਫਲਤਾ ਨਹੀਂ ਮਿਲ ਪਾਈ ਹੈ।

ਭਾਰਤ ਦੀ ਸਿਆਸਤ ਵਿੱਚ ਭਾਰਤੀ ਕਮਿਊਨਿਸਟ ਪਾਰਟੀ ਇਕ ਸਦੀ ਦਾ ਸਿਆਸੀ ਸਫਰ ਕਰ ਚੁੱਕੀ ਹੈ, ਇਸ ਦੇ ਬਾਵਜੂਦ ਇਸ ਸਮੇਂ ਭਾਰਤ ਦੀ ਸਿਆਸਤ ਵਿੱਚ ਕਮਿਊਨਿਸਟ ਪਾਰਟੀ ਦੀ ਭੂਮਿਕਾ ਦਿਨੋਂ ਦਿਨ ਘਟਦੀ ਜਾ ਰਹੀ ਹੈ। ਕਮਿਊਨਿਸਟ ਪਾਰਟੀ ਪੱਛਮੀ ਬੰਗਾਲ ਵਿੱਚ ਆਪਣੀ ਸੱਤਾ ਗਵਾ ਚੁੱਕੀ ਹੈ ਅਤੇ ਉਹ ਹੋਰ ਕਿਸੇ ਸੂਬੇ ਵਿੱਚ ਜਾਂ ਕੇਂਦਰ ਵਿੱਚ ਆਪਣੀ ਸਰਕਾਰ ਬਣਾਉਣ ਦੇ ਯੋਗ ਨਹੀਂ ਹੋ ਸਕੀ।

ਕਮਿਊਨਿਸਟ ਪਾਰਟੀਆਂ ਨੇ ਆਪਣਾ ਸਿਆਸੀ ਸਫਰ ਸਹਿਰਾਂ ਤੋਂ ਸ਼ੁਰੂ ਕੀਤਾ ਸੀ ਅਤੇ ਫਿਰ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਲਾਮਬੰਦ ਕੀਤਾ ਸੀ। ਇਸ ਪਾਰਟੀ ਦੀ ਮੌਜੂਦਾ ਸਥਿਤੀ ਵੇਖ ਕੇ ਕਮਿਊਨਿਸਟ ਪਾਰਟੀਆਂ ਦੇ ਵਿਰੋਧੀ ਆਗੂ ਕਹਿੰਦੇ ਹਨ ਕਿ ਭਾਰਤ ਪਿੰਡਾਂ ਤੋਂ ਸ਼ਹਿਰਾਂ ਵੱਲ ਜਾ ਰਿਹਾ ਹੈ। ਪਰ ਕਮਿਊਨਿਸਟ ਪਾਰਟੀਆਂ ਪਹਿਲਾਂ ਸ਼ਹਿਰਾਂ ਤੋਂ ਪਿੰਡਾਂ ਵਿੱਚ ਗਈਆਂ ਅਤੇ ਹੁਣ ਇਹ ਪਾਰਟੀਆਂ ਪਿੰਡਾਂ ਤੋਂ ਜੰਗਲਾਂ ਤੱਕ ਪਹੁੰਚ ਗਈਆਂ ਹਨ। ਕਮਿਊਨਿਸਟ ਪਾਰਟੀਆਂ ਦੇ ਵਿਰੋਧੀ ਆਗੂਆਂ ਦਾ ਕਹਿਣਾ ਹੈ ਕਿ ਕਮਿਊਨਿਸਟ ਪਾਰਟੀਆਂ ਦਾ ਪ੍ਰਭਾਵ ਭਾਰਤ ਦੇ ਜੰਗਲਾਂ ਦੇ ਕੁਝ ਹਿੱਸੇ (ਨਕਸਲਵਾਦ ਪ੍ਰਭਾਵਿਤ) ਤਕ ਸੀਮਿਤ ਹੋ ਕੇ ਰਹਿ ਗਿਆ ਹੈ।

ਕਮਿਊਨਿਸਟ ਵਿਚਾਰਧਾਰਾ ਨੂੰ ਪ੍ਰਣਾਏ ਲੋਕ ਅਕਸਰ ਦਾਅਵਾ ਕਰਦੇ ਹਨ ਕਿ ਭਾਰਤ ਵਿੱਚ ਬੰਧੂਆ ਮਜਦੂਰੀ ਤੋਂ ਮੁਕਤੀ ਅਤੇ ਕਿਰਤ ਕਾਨੂੰਨ ਕਮਿਉਨਿਸਟ ਪਾਰਟੀਆਂ ਦੇ ਸੰਘਰਸ਼ ਕਾਰਨ ਸੰਭਵ ਹੋਏ ਹਨ, ਇਸ ਕਰਕੇ ਭਾਰਤ ਦੀ ਸਿਆਸਤ ਵਿੱਚ ਕਮਿਊਨਿਸਟ ਪਾਰਟੀਆਂ ਦੀ ਅਹਿਮ ਭੂਮਿਕਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਇੱਕ ਵਾਰ ਕਮਿਉਨਿਸਟ ਆਗੂ ਸੀਤਾ ਰਾਮ ਯੇਚੁਰੀ ਨੇ ਕਿਹਾ ਸੀ ਕਿ ਲੋਕ ਸਭਾ ਵਿੱਚ ਕਮਿਊਨਿਸਟ ਪਾਰਟੀ ਦੇ ਮਂੈਬਰਾਂ ਦੀ ਗਿਣਤੀ ਤੋਂ ਇਸ ਪਾਰਟੀ ਦੀ ਤਾਕਤ ਦਾ ਪਤਾ ਨਹੀਂ ਲਗਾਇਆ ਜਾ ਸਕਦਾ। ਉਹਨਾਂ ਦਾਅਵਾ ਕੀਤਾ ਸੀ ਕਿ ਕਮਿਉਨਿਸਟ ਪਾਰਟੀ ਅਜੇ ਵੀ ਭਾਰਤ ਦੀ ਸਿਆਸਤ ਵਿੱਚ ਅਹਿਮ ਪ੍ਰਭਾਵ ਪਾਉਣ ਦੇ ਸਮਰਥ ਹੈ।

ਕੁਝ ਸਿਆਸੀ ਮਾਹਿਰਾਂ ਦਾ ਕਹਿਣਾ ਹੈ ਕਿ ਭਾਰਤੀ ਕਮਿਊਨਿਸਟ ਪਾਰਟੀ ਭਾਰਤ ਦੀ ਜਾਤੀ ਪ੍ਰਣਾਲੀ ਨੂੰ ਸਮਝ ਨਹੀਂ ਸਕੀ ਤੇ ਨਾ ਹੀ ਇਹ ਪਾਰਟੀ ਜਾਤੀ ਪ੍ਰਣਾਲੀ ਦਾ ਸਿਆਸਤ ਤੇ ਪੈਣ ਵਾਲਾ ਪ੍ਰਭਾਵ ਮਹਿਸੂਸ ਕਰ ਸਕੀ। ਅਸਲ ਵਿਚ ਇਹ ਪਾਰਟੀ ਜਾਤੀਵਾਦ ਤੋਂ ਦੂਰ ਰਹੀ, ਜਦੋਂਕਿ ਭਾਰਤ ਦੀ ਸਿਆਸਤ ਵਿਚ ਜਾਤੀਵਾਦ ਅਤੇ ਖੇਤਰਵਾਦ ਦਾ ਬਹੁਤ ਪ੍ਰਭਾਵ ਹੈ। ਸਿਆਸੀ ਮਾਹਿਰਾਂ ਅਨੁਸਾਰ ਜਦੋਂ ਭਾਰਤ ਵਿੱਚ ਜਾਤੀ ਸਮਾਜਿਕ ਪੂੰਜੀ ਬਣ ਗਈ ਤਾਂ ਕਮਿਊਨਿਸਟ ਪਾਰਟੀ ਕੋਲ ਦੂਰ ਬੈਠ ਕੇ ਸਭ ਕੁਝ ਵੇਖਣ ਤੋਂ ਸਿਵਾਏ ਹੋਰ ਕੋਈ ਚਾਰਾ ਨਹੀਂ ਸੀ ਰਹਿ ਗਿਆ। ਸਮਾਜ ਵਿਚ ਬਦਲਾਓ ਦੇ ਅਨੁਸਾਰ ਕਮਿਊਨਿਸਟ ਪਾਰਟੀ ਆਪਣੇ ਆਪ ਨੂੰ ਬਦਲ ਨਹੀਂ ਸਕੀ।

ਸਿਆਸੀ ਮਾਹਿਰਾਂ ਦਾ ਕਹਿਣਾ ਹੈ ਕਿ ਜੇ ਕਮਿਊਨਿਸਟ ਪਾਰਟੀਆਂ ਦੇ ਆਗੂ ਏਕਤਾ ਕਰ ਲੈਣ ਅਤੇ ਰਲ ਮਿਲ ਕੇ ਸਿਆਸਤ ਵਿੱਚ ਸਰਗਰਮ ਹੋਣ ਤਾਂ ਭਾਰਤ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਕਮਿਉਨਿਸਟ ਪਾਰਟੀਆਂ ਦਾ ਪ੍ਰਭਾਵ ਵੱਧ ਸਕਦਾ ਹੈ ਵਰਨਾ ਇਹਨਾਂ ਪਾਰਟੀਆਂ ਦਾ ਹਾਲ ਹੁਣ ਵਰਗਾ ਹੀ ਰਹਿਣਾ ਹੈ।

ਬਿਊਰੋ

 

Continue Reading

Editorial

ਅਡਾਨੀ ਮਾਮਲੇ ਨੇ ਭਖਾਈ ਭਾਰਤ ਦੀ ਸਿਆਸਤ

Published

on

By

 

ਭਾਰਤ ਦੇ ਸਭ ਤੋਂ ਵੱਡੇ ਕਾਰੋਬਾਰੀ ਗੌਤਮ ਅਡਾਨੀ ਅਤੇ ਉਸ ਦੇ ਸਹਿਯੋਗੀਆਂ ਦੇ ਖਿਲਾਫ ਅਮਰੀਕਾ ਦੀ ਇੱਕ ਅਦਾਲਤ ਵੱਲੋਂ ਗ੍ਰਿਫ਼ਤਾਰੀ ਵਾਰੰਟ ਜਾਰੀ ਹੋਣ ਤੋਂ ਬਾਅਦ ਭਾਰਤ ਦੀ ਸਿਆਸਤ ਪੂਰੀ ਤਰ੍ਹਾਂ ਭਖ ਗਈ ਹੈ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਹੋਰ ਨੇਤਾਵਾਂ ਨੇ ਭਾਰਤ ਸਰਕਾਰ ਤੋਂ ਅਡਾਨੀ ਨੂੰ ਗ੍ਰਿਫਤਾਰ ਕਰਕੇ ਜਾਂਚ ਕਰਨ ਦੀ ਮੰਗ ਕੀਤੀ ਹੈ। ਦੂਜੇ ਪਾਸੇ ਅਡਾਨੀ ਨੇ ਅਮਰੀਕਾ ਦੀ ਅਦਾਲਤ ਵੱਲੋਂ ਲਗਾਏ ਗਏ ਦੋਸ਼ਾਂ ਤੋਂ ਇਨਕਾਰ ਕੀਤਾ ਹੈ।

ਅਮਰੀਕੀ ਅਦਾਲਤ ਵੱਲੋਂ ਅਡਾਨੀ ਦੇ ਗ੍ਰਿਫਤਾਰੀ ਵਾਰੰਟ ਜਾਰੀ ਕਰਨ ਦੀ ਖ਼ਬਰ ਜਿਵੇਂ ਹੀ ਭਾਰਤ ਪਹੁੰਚੀ ਤਾਂ ਭਾਰਤ ਦੇ ਆਰਥਿਕ ਅਤੇ ਸਿਆਸੀ ਹਲਕਿਆਂ ਵਿੱਚ ਇੱਕਦਮ ਭੂਚਾਲ ਜਿਹਾ ਆ ਗਿਆ ਸੀ। ਇਹ ਖ਼ਬਰ ਆਉਣ ਦੇ ਕੁਝ ਸਮੇਂ ਬਾਅਦ ਹੀ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰੈਸ ਕਾਰਫਰੰਸ ਕਰਕੇ ਅਡਾਨੀ ਦੀ ਗ੍ਰਿਫਤਾਰੀ ਦੀ ਮੰਗ ਕਰ ਦਿੱਤੀ। ਇਸ ਤੋਂ ਇਲਾਵਾ ਲਾਲੂ ਯਾਦਵ ਅਤੇ ਹੋਰ ਨੇਤਾ ਵੀ ਰਾਹੁਲ ਗਾਂਧੀ ਦੀ ਮੰਗ ਦਾ ਸਮਰਥਣ ਕਰ ਚੁੱਕੇ ਹਨ।

ਅਡਾਨੀ ਮਾਮਲੇ ਵਿੱਚ ਕਾਂਗਰਸ ਤੇ ਹੋਰ ਵਿਰੋਧੀ ਪਾਰਟੀਆਂ ਵੱਲੋਂ ਭਾਜਪਾ ਤੇ ਕਈ ਤਰ੍ਹਾਂ ਦੇ ਦੋਸ਼ ਲਗਾਏ ਜਾ ਰਹੇ ਹਨ। ਕਾਂਗਰਸ ਆਗੂ ਦਾਅਵਾ ਕਰ ਰਹੇ ਹਨ ਕਿ ਮੋਦੀ ਸਰਕਾਰ ਅਤੇ ਭਾਰਤ ਦੇ ਵੱਡੇ ਕਾਰੋਬਾਰੀਆਂ ਵਿਚਾਲੇ ਗਠਜੋੜ ਬਣਿਆ ਹੋਇਆ ਹੈ ਅਤੇ ਪ੍ਰਧਾਨ ਮੰਤਰੀ ਮੋਦੀ ਦੇ ਅਡਾਨੀ ਨਾਲ ਨੇੜਲੇ ਸੰਬੰਧਾਂ ਦਾ ਅਡਾਨੀ ਵਲੋਂ ਹਮੇਸ਼ਾ ਨਾਜਾਇਜ ਫਾਇਦਾ ਚੁੱਕਿਆ ਜਾਂਦਾ ਰਿਹਾ ਹੈ। ਰਾਹੁਲ ਗਾਂਧੀ ਤਾਂ ਇਹ ਵੀ ਦਾਅਵਾ ਕਰ ਰਹੇ ਹਨ ਕਿ ਮੋਦੀ ਪਹਿਲਾਂ ਵਾਂਗ ਇਸ ਵਾਰ ਵੀ ਅਡਾਨੀ ਨੂੰ ਬਚਾਅ ਲੈਣਗੇ। ਦੂਜੇ ਪਾਸੇ ਭਾਜਪਾ ਵੱਲੋਂ ਦੋਸ਼ ਲਗਾਏ ਜਾ ਰਹੇ ਹਨ ਕਿ ਇਸ ਮਾਮਲੇ ਵਿੱਚ ਛਤੀਸਗੜ੍ਹ, ਤਮਿਲਨਾਡੂ, ਆਂਧਰਾ ਪ੍ਰਦੇਸ਼ ਅਤੇ ਉੜੀਸਾ ਦਾ ਵੀ ਜ਼ਿਕਰ ਹੈ ਅਤੇ ਇਹਨਾਂ ਰਾਜਾਂ ਵਿੱਚ ਕਾਂਗਰਸ ਅਤੇ ਉਸ ਦੇ ਸਹਿਯੋਗੀਆਂ ਦੀਆਂ ਸਰਕਾਰਾਂ ਸਨ, ਇਸ ਕਾਰਨ ਇਹ ਪੂੁਰਾ ਮਾਮਲਾ ਕਾਂਗਰਸ ਅਤੇ ਉਸ ਦੀਆਂ ਸਰਕਾਰਾਂ ਨਾਲ ਜੁੜਿਆ ਹੋਇਆ ਹੈ। ਇਸ ਤਰ੍ਹਾਂ ਭਾਰਤ ਦੀ ਰਾਜਨੀਤੀ ਵਿੱਚ ਦੋਸ਼ ਅਤੇ ਪ੍ਰਤੀਦੋਸ਼ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ।

ਆਉਣ ਵਾਲੇ ਦਿਨਾਂ ਦੌਰਾਨ ਭਾਰਤ ਦੀ ਸਿਆਸਤ ਵਿੱਚ ਇਹ ਮੁੱਦਾ ਹੋਰ ਭੜਕਣ ਦੀ ਸੰਭਾਵਨਾ ਹੈ ਅਤੇ ਅੱਜ ਆਰੰਭ ਹੋਏ ਸੰਸਦ ਦੇ ਸ਼ੈਸਨ ਲਈ ਵੀ ਵਿਰੋਧੀਆਂ ਹੱਥ ਵੱਡਾ ਮੁੱਦਾ ਆ ਗਿਆ ਹੈ।

ਬਿਊਰੋ

 

Continue Reading

Latest News

Trending