Connect with us

Punjab

ਨਸ਼ਾ ਤਸਕਰਾਂ ਨੇ ਕਾਰ ਨਾਲ 3 ਨੌਜਵਾਨ ਕੁਚਲੇ, ਇੱਕ ਦੀ ਮੌਤ, ਦੋ ਜ਼ਖਮੀ

Published

on

 

ਮਾਛੀਵਾੜਾ ਸਾਹਿਬ, 17 ਅਗਸਤ (ਸ.ਬ.) ਪਿੰਡ ਖੇੜਾ ਮਾਰਗ ਤੇ ਬੀਤੀ ਰਾਤ ਨਸ਼ਾ ਤਸਕਰਾਂ ਨੇ ਮੋਟਰਸਾਈਕਲ ਤੇ ਜਾਂਦੇ 3 ਨੌਜਵਾਨਾਂ ਨੂੰ ਗੱਡੀ ਚੜਾ ਕੇ ਬੁਰੀ ਤਰ੍ਹਾਂ ਦਰੜਿਆ ਜਿਨ੍ਹਾਂ ਵਿੱਚੋਂ ਇੱਕ ਕੁਲਵਿੰਦਰ ਸਿੰਘ ਦੀ ਮੌਤ ਹੋ ਗਈ ਜਦਕਿ ਬਾਕੀ 2 ਨੌਜਵਾਨ ਸੋਹਣ ਸਿੰਘ ਤੇ ਮਨਮੋਹਣ ਸਿੰਘ ਜਖ਼ਮੀ ਹੋ ਗਏ।

ਪ੍ਰਾਪਤ ਜਾਣਕਾਰੀ ਅਨੁਸਾਰ ਕੁਲਵਿੰਦਰ ਸਿੰਘ ਨੂੰ ਫੋਨ ਆਇਆ ਕਿ ਉਸਦੇ ਇੱਕ ਰਿਸ਼ਤੇਦਾਰ ਦੀ ਕਾਰ ਖ਼ਰਾਬ ਹੋ ਗਈ ਹੈ ਜਿਸ ਤੇ ਉਹ ਆਪਣੇ ਮੋਟਰਸਾਈਕਲ ਤੇ ਸੋਹਣ ਸਿੰਘ ਤੇ ਮਨਮੋਹਣ ਸਿੰਘ ਨੂੰ ਨਾਲ ਲੈ ਕੇ ਪਿੰਡ ਚਕਲੀ ਮੰਗਾਂ ਵੱਲ ਨੂੰ ਚਲਾ ਗਿਆ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪਿੰਡ ਚਕਲੀ ਮੰਗਾ ਦਾ ਇੱਕ ਵਿਅਕਤੀ ਮਲਕੀਤ ਸਿੰਘ ਉਰਫ਼ ਮੰਤਰੀ ਅਤੇ ਸੋਨੂੰ ਜੋ ਕਿ ਦੋਵੇਂ ਭਰਾ ਨਸ਼ਾ ਵੇਚਣ ਦਾ ਕੰਮ ਕਰਦੇ ਹਨ, ਉਨ੍ਹਾਂ ਨਾਲ ਕੁਲਵਿੰਦਰ ਸਿੰਘ ਦੀ ਕੋਈ ਤਕਰਾਰਬਾਜ਼ੀ ਹੋ ਗਈ ਅਤੇ ਪਹਿਲਾਂ ਵੀ ਪਿੰਡ ਵਾਲੇ ਉਨ੍ਹਾਂ ਨੂੰ ਨਸ਼ਾ ਵੇਚਣ ਤੋਂ ਰੋਕਦੇ ਸਨ। ਕੁਲਵਿੰਦਰ ਸਿੰਘ ਆਪਣੇ 2 ਸਾਥੀਆਂ ਸਮੇਤ ਮੋਟਰਸਾਈਕਲ ਤੇ ਸਵਾਰ ਹੋ ਕੇ ਚਕਲੀ ਮੰਗਾਂ ਤੋਂ ਵਾਪਸ ਖੇੜਾ ਜਾ ਰਿਹਾ ਸੀ ਤਾਂ ਮਲਕੀਤ ਸਿੰਘ ਉਰਫ਼ ਮੰਤਰੀ ਤੇ ਉਸਦਾ ਭਰਾ ਸੋਨੂੰ ਅਤੇ ਕੁਝ ਹੋਰ ਅਣਪਛਾਤੇ ਵਿਅਕਤੀ ਜੋ ਕਾਰ ਵਿਚ ਸਵਾਰ ਸਨ, ਉਨ੍ਹਾਂ ਨੇ ਮਾਰ ਦੇਣ ਦੀ ਨੀਅਤ ਨਾਲ ਕੁਲਵਿੰਦਰ ਸਿੰਘ ਤੇ ਉਸਦੇ ਸਾਥੀਆਂ ਤੇ ਕਾਰ ਚੜਾ ਦਿੱਤੀ ਜਿਸ ਕਾਰਨ ਉਹ ਜਖ਼ਮੀ ਹੋ ਕੇ ਸੜਕ ਤੇ ਡਿੱਗ ਗਏ। ਇਨ੍ਹਾਂ ਕਾਰ ਸਵਾਰਾਂ ਨੇ ਵਾਰ-ਵਾਰ ਕਾਰ ਚੜਾ ਕੇ ਕੁਚਲਣ ਦੀ ਕੋਸ਼ਿਸ਼ ਕੀਤੀ ਅਤੇ ਘਟਨਾ ਨੂੰ ਅੰਜ਼ਾਮ ਦੇਣ ਤੋਂ ਬਾਅਦ ਫ਼ਰਾਰ ਹੋ ਗਏ।

ਜ਼ਖ਼ਮੀਆਂ ਨੂੰ ਜਦੋਂ ਹਸਪਤਾਲ ਲਿਆਂਦਾ ਤਾਂ ਉੱਥੇ ਕੁਲਵਿੰਦਰ ਸਿੰਘ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦੇ ਦਿੱਤਾ। ਹਸਪਤਾਲ ਵਿਚ ਇਲਾਜ ਅਧੀਨ ਸੋਹਣ ਸਿੰਘ ਨੇ ਦੱਸਿਆ ਕਿ ਜਿਨ੍ਹਾਂ ਵਿਅਕਤੀਆਂ ਨੇ ਉਨ੍ਹਾਂ ਤੇ ਗੱਡੀ ਚੜਾਈ ਹੈ ਉਹ ਨਸ਼ਾ ਵੇਚਣ ਤੇ ਨਸ਼ਾ ਕਰਨ ਦੇ ਆਦੀ ਹਨ।

ਮਾਛੀਵਾੜਾ ਪੁਲੀਸ ਥਾਣਾ ਵਿਚ ਮਲਕੀਤ ਸਿੰਘ ਉਰਫ਼ ਮੰਤਰੀ ਨਾਮ ਦਾ ਵਿਅਕਤੀ ਜੋ ਕਿ ਪਿੰਡ ਚਕਲੀ ਮੰਗਾਂ ਦਾ ਵਾਸੀ ਹੈ, ਉਸ ਉੱਪਰ ਨਸ਼ੇ ਦੇ ਮਾਮਲੇ ਵੀ ਦਰਜ ਹਨ। ਮ੍ਰਿਤਕ ਕੁਲਵਿੰਦਰ ਸਿੰਘ ਵਿਆਹਿਆ ਹੋਇਆ ਸੀ ਜੋ ਕਿ 2 ਬੱਚਿਆਂ ਦਾ ਪਿਤਾ ਹੈ ਅਤੇ ਸਮਰਾਲਾ ਵਿਖੇ ਇੱਕ ਪ੍ਰਾਈਵੇਟ ਬੈਂਕ ਦਾ ਮੈਨੇਜਰ ਸੀ। ਪੁਲੀਸ ਵਲੋਂ ਕੁਲਵਿੰਦਰ ਸਿੰਘ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਕਾਨੂੰਨੀ ਕਾਰਵਾਈ ਆਰੰਭ ਕਰ ਦਿੱਤੀ ਹੈ ਜਦਕਿ ਹਾਦਸੇ ਵਿਚ ਜ਼ਖ਼ਮੀ 2 ਵਿਅਕਤੀਆਂ ਨੂੰ ਪੀ.ਜੀ.ਆਈ. ਰੈਫ਼ਰ ਕਰ ਦਿੱਤਾ ਗਿਆ ਹੈ।

ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਉਕਤ ਨੌਜਵਾਨਾਂ ਉੱਪਰ ਮੰਤਰੀ ਤੇ ਉਸਦੇ ਭਰਾ ਨੇ ਰੰਜਿਸ਼ ਕਾਰਨ ਗੱਡੀ ਨਾਲ ਦਰੜਿਆ ਹੈ ਕਿਉਂਕਿ ਉਹ ਉਨ੍ਹਾਂ ਨੂੰ ਨਸ਼ਾ ਵੇਚਣ ਤੋਂ ਰੋਕਦੇ ਸਨ।

ਮ੍ਰਿਤਕ ਕੁਲਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਕਰਨ ਲਈ ਮਾਛੀਵਾੜਾ ਥਾਣੇ ਦੇ ਬਾਹਰ ਧਰਨਾ ਲਗਾ ਦਿੱਤਾ ਅਤੇ ਅੱਤ ਦੀ ਗਰਮੀ ਵਿਚ ਉਹ ਕਰੀਬ 2 ਘੰਟੇ ਸੜਕ ਜਾਮ ਕਰਕੇ ਬੈਠੇ ਰਹੇ। ਪਰਿਵਾਰਕ ਮੈਂਬਰਾਂ ਨੇ ਮੰਗ ਕੀਤੀ ਕਿ ਉਨ੍ਹਾਂ ਦੇ ਲੜਕੇ ਕੁਲਵਿੰਦਰ ਸਿੰਘ ਦਾ ਕਤਲ ਕੀਤਾ ਗਿਆ ਹੈ ਅਤੇ ਇਹ ਨਸ਼ਾ ਤਸਕਰ ਬੇਖੌਫ਼ ਹੋ ਕੇ ਘੁੰਮਦੇ ਹਨ ਅਤੇ ਪੰਜਾਬ ਦੀ ਜਵਾਨੀ ਨੂੰ ਤਬਾਹ ਕਰ ਰਹੇ ਹਨ। ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਪੁਲੀਸ ਨੂੰ ਕਿਹਾ ਕਿ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਕਰ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ।

ਡੀ.ਐਸ.ਪੀ. ਤਰਲੋਚਨ ਸਿੰਘ ਨੇ ਧਰਨੇ ਤੇ ਬੈਠੇ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਇਸ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨਗੇ ਅਤੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰ ਆਪਣੇ ਬਿਆਨ ਦਰਜ ਕਰਵਾਉਣ ਅਤੇ ਸਖ਼ਤ ਧਾਰਾਵਾਂ ਤਹਿਤ ਮਾਮਲੇ ਵਿਚ ਜੋ ਵੀ ਦੋਸ਼ੀ ਹਨ ਉਨ੍ਹਾਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ।

ਪਰਿਵਾਰ ਨਾਲ ਬਦਸਲੂਕੀ ਕਰਨ ਵਾਲਾ ਸਹਾਇਕ ਥਾਣੇਦਾਰ ਲਾਈਨ ਹਾਜ਼ਰ ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਕੱਲ੍ਹ ਹਾਦਸੇ ਤੋਂ ਬਾਅਦ ਸਹਾਇਕ ਥਾਣੇਦਾਰ ਸੰਜੀਵ ਕੁਮਾਰ ਉਨ੍ਹਾਂ ਨਾਲ ਗੱਲਬਾਤ ਕਰਨ ਆਇਆ ਤਾਂ ਉਸਦਾ ਵਿਵਹਾਰ ਠੀਕ ਨਹੀਂ ਸੀ। ਉਨ੍ਹਾਂ ਕਿਹਾ ਕਿ ਪਰਿਵਾਰ ਨਾਲ ਉਕਤ ਸਹਾਇਕ ਥਾਣੇਦਾਰ ਨੇ ਬਦਸਲੂਕੀ ਕੀਤੀ ਇਸ ਲਈ ਉਸ ਨੂੰ ਤੁਰੰਤ ਸਸਪੈਂਡ ਕੀਤਾ ਜਾਵੇ। ਡੀ.ਐਸ.ਪੀ. ਤਰਲੋਚਨ ਸਿੰਘ ਨੇ ਪਰਿਵਾਰ ਨੂੰ ਵਿਸ਼ਵਾਸ ਦਿਵਾਇਆ ਕਿ ਬਦਸਲੂਕੀ ਕਰਨ ਵਾਲੇ ਸਹਾਇਕ ਥਾਣੇਦਾਰ ਸੰਜੀਵ ਕੁਮਾਰ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Chandigarh

ਦੂਜੇ ਸੂਬਿਆਂ ਅਤੇ ਵਿਦੇਸ਼ਾਂ ਵਿੱਚ ਲੁਕੇ ਗੈਂਗਸਟਰਾਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਲਈ ਵਚਨਬੱਧ ਹੈ ਪੰਜਾਬ ਪੁਲੀਸ : ਗੌਰਵ ਯਾਦਵ

Published

on

By

ਪੰਜਾਬ ਸਰਕਾਰ ਨੇ ਗੌਰਵ ਯਾਦਵ ਨੂੰ ਬਣਾਇਆ ਸੂਬੇ ਦਾ ਰੈਗੂਲਰ ਡੀ ਜੀ ਪੀ

ਚੰਡੀਗੜ੍ਹ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਨੇ 1992 ਬੈਚ ਦੇ ਆਈ ਪੀ ਐਸ ਅਧਿਕਾਰੀ ਗੌਰਵ ਯਾਦਵ ਨੂੰ ਰੈਗੂਲਰ ਡੀ ਜੀ ਪੀ ਵਜੋਂ ਨਿਯੁਕਤ ਕਰ ਦਿੱਤਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇਸ ਮਾਮਲੇ ਤੇ 13 ਅਕਤੂਬਰ ਨੂੰ ਸੁਣਵਾਈ ਹੋਣੀ ਹੈ ਅਤੇ ਉਸ ਤੋਂ ਪਹਿਲਾਂ ਹੀ ਅੱਜ ਪੰਜਾਬ ਸਰਕਾਰ ਨੇ ਅੱਜ ਗੌਰਵ ਯਾਦਵ ਨੂੰ ਰੈਗੂਲਰ ਡੀ ਜੀ ਪੀ ਵਜੋਂ ਨਿਯੁਕਤ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ।

ਅਹੁਦਾ ਸੰਭਾਲਣ ਤੋਂ ਬਾਅਦ ਡੀ ਜੀ ਪੀ ਗੌਰਵ ਯਾਦਵ ਨੇ ਕਿਹਾ ਕਿ ਗੈਂਗਸਟਰਾਂ ਤੇ ਸਮਾਜ ਵਿਰੋਧੀ ਅਨਸਰਾਂ ਲਈ ਸੂਬੇ ਵਿੱਚ ਕੋਈ ਥਾਂ ਨਹੀਂ ਹੈ। ਉਹ ਦੇਸ਼ ਦੇ ਕਿਸੇ ਵੀ ਹਿੱਸੇ ਜਾਂ ਵਿਦੇਸ਼ ਵਿੱਚ ਲੁਕੇ ਹੋਣ, ਪੰਜਾਬ ਪੁਲੀਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਕੇ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣਾ ਪੁਲੀਸ ਦੀ ਤਰਜੀਹ ਹੈ। ਦੇਸ਼ ਵਿਰੋਧੀ ਅਨਸਰਾਂ ਨੂੰ ਆਪਣੇ ਮਨਸੂਬਿਆਂ ਵਿੱਚ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਗੈਂਗਸਟਰਾਂ ਅਤੇ ਉਨ੍ਹਾਂ ਦੇ ਨੈਟਵਰਕ ਵਿਰੁੱਧ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ। ਪੁਲੀਸ ਸੰਗਠਿਤ ਅਪਰਾਧ ਨੂੰ ਖ਼ਤਮ ਕਰਨ ਅਤੇ ਨਸ਼ਾ ਤਸਕਰੀ ਦੇ ਨੈਟਵਰਕ ਨੂੰ ਤੋੜਨ ਲਈ ਲਗਾਤਾਰ ਕਾਰਵਾਈ ਕਰ ਰਹੀ ਹੈ।

ਆਈ ਪੀ ਐਸ ਅਧਿਕਾਰੀ ਗੌਰਵ ਯਾਦਵ ਜੁਲਾਈ 2022 ਤੋਂ ਕਾਰਜਕਾਰੀ ਡੀਜੀਪੀ ਵਜੋਂ ਸੇਵਾਵਾਂ ਨਿਭਾ ਰਹੇ ਹਨ। ਪੰਜਾਬ ਪੁਲੀਸ ਦੇ ਮੁਖੀ ਵਜੋਂ ਨਿਯੁਕਤੀ ਲਈ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਸੂਚੀਬੱਧ ਕੀਤੇ ਗਏ ਤਿੰਨ ਅਧਿਕਾਰੀਆਂ ਵਿੱਚ ਉਨ੍ਹਾਂ ਦਾ ਨਾਂ ਸ਼ਾਮਲ ਹੈ ਜਦੋਂ ਕਿ ਇਸ ਪੈਨਲ ਵਿੱਚ ਦੋ ਅਧਿਕਾਰੀ ਸ਼ਰਦ ਸੱਤਿਆ ਚੌਹਾਨ ਅਤੇ ਹਰਪ੍ਰੀਤ ਸਿੰਘ ਸਿੱਧੂ ਸ਼ਾਮਲ ਹਨ। ਪੈਨਲ ਮਿਲਣ ਤੋਂ ਬਾਅਦ ਜੁਲਾਈ ਮਹੀਨੇ ਤੋਂ ਰੈਗੂਲਰ ਡੀ ਜੀ ਪੀ ਦੀ ਨਿਯੁਕਤੀ ਲਟਕੀ ਹੋਈ ਸੀ।

ਇਸ ਸੰਬੰਧੀ ਐਡਵੋਕੇਟ ਨਿਖਿਲ ਥਮਨ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਪੰਜਾਬ ਵਿੱਚ ਲੰਮੇ ਸਮੇਂ ਤੋਂ ਕਾਰਜਕਾਰੀ ਡੀ ਜੀ ਪੀ ਹੋਣ ਦੀ ਵਿਵਸਥਾ ਨੂੰ ਚੁਣੌਤੀ ਦਿੱਤੀ ਸੀ। ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਡਿਵੀਜ਼ਨ ਬੈਂਚ ਨੇ ਪਹਿਲੀ ਅਕਤੂਬਰ ਨੂੰ ਪੰਜਾਬ ਸਰਕਾਰ ਨੂੰ ਰੈਗੂਲਰ ਡੀਜੀਪੀ ਦੀ ਨਿਯੁਕਤੀ ਬਾਰੇ ਢੁਕਵਾਂ ਫ਼ੈਸਲਾ ਲੈਣ ਦੇ ਆਦੇਸ਼ ਦਿੱਤੇ ਸਨ। ਹਾਈ ਕੋਰਟ ਨੇ ਮੁੱਖ ਸਕੱਤਰ ਕੇ. ਏ. ਪੀ. ਸਿਨਹਾ ਨੂੰ 13 ਅਕਤੂਬਰ ਨੂੰ ਹੋਣ ਵਾਲੀ ਅਗਲੀ ਸੁਣਵਾਈ ਤੱਕ ਅਦਾਲਤ ਵਿੱਚ ਇਸ ਸਬੰਧੀ ਪਾਲਣਾ ਸਬੰਧੀ ਹਲਫ਼ਨਾਮਾ ਪੇਸ਼ ਕਰਨ ਦੀ ਹਦਾਇਤ ਕੀਤੀ ਸੀ। ਜਿਕਰਯੋਗ ਹੈ ਕਿ ਗੌਰਵ ਯਾਦਵ ਜੁਲਾਈ 2022 ਤੋਂ ਬਤੌਰ ਕਾਰਜਕਾਰੀ ਡੀਜੀਪੀ ਕੰਮ ਕਰ ਰਹੇ ਹਨ। ਉਨ੍ਹਾਂ ਦੀ ਸੇਵਾਮੁਕਤੀ 30 ਅਪਰੈਲ 2029 ਨੂੰ ਹੋਣੀ ਹੈ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Latest News

Trending