Punjab
ਮਹਿਲਾਵਾਂ ਦੇ ਵੱਧ ਅਧਿਕਾਰਾਂ ਲਈ ਸਰਕਾਰ ਪੂਰੀ ਤਰ੍ਹਾਂ ਯਤਨਸ਼ੀਲ : ਭਗਵੰਤ ਸਿੰਘ ਮਾਨ
ਆਂਗਣਵਾੜੀ ਵਰਕਰਾਂ ਦੀਆਂ 3000 ਨਵੀਆਂ ਅਸਾਮੀਆਂ ਭਰਨ ਦਾ ਐਲਾਨ
ਬਰਨਾਲਾ, 17 ਅਗਸਤ (ਸ.ਬ.) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਮਹਿਲਾਵਾਂ ਦੇ ਵੱਧ ਅਧਿਕਾਰਾਂ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ। ਰੱਖੜੀ ਦੇ ਤਿਉਹਾਰ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਸੰਬਧੋਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਮਹਿਲਾ ਸਸ਼ਕਤੀਕਰਨ ਦੇ ਮਨੋਰਥ ਨਾਲ ਬਹੁਤ ਸਾਰੇ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਛੇ ਜ਼ਿਲ੍ਹਿਆਂ ਵਿੱਚ ਸੀਨੀਅਰ ਪੁਲੀਸ ਕਪਤਾਨ ਵਜੋਂ ਮਹਿਲਾ ਅਧਿਕਾਰੀ ਤਾਇਨਾਤ ਹਨ ਅਤੇ ਅੱਠ ਜ਼ਿਲ੍ਹਿਆਂ ਵਿੱਚ ਮਹਿਲਾ ਡਿਪਟੀ ਕਮਿਸ਼ਨਰ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਲੜਕੀਆਂ ਦੀ ਭਲਾਈ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਕੋਸ਼ਿਸ਼ਾਂ ਦੇ ਲੋੜੀਂਦੇ ਨਤੀਜੇ ਸਾਹਮਣੇ ਆ ਰਹੇ ਹਨ।
ਇਸ ਮੌਕੇ ਆਂਗਣਵਾੜੀ ਵਰਕਰਾਂ ਦੀਆਂ 3000 ਨਵੀਆਂ ਅਸਾਮੀਆਂ ਭਰਨ ਦੇ ਨਾਲ-ਨਾਲ ਔਰਤਾਂ ਲਈ ਰੋਜ਼ਗਾਰ ਦੇ ਵੱਡੇ ਮੌਕੇ ਪੈਦਾ ਕਰਨ ਦਾ ਐਲਾਨ ਕਰਦਿਆਂ ਉਹਨਾਂ ਕਿਹਾ ਕਿ ਸੂਬਾ ਸਰਕਾਰ ਨੇ ਇਸ ਸਬੰਧੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ ਅਤੇ ਬਹੁਤ ਛੇਤੀ ਇਨ੍ਹਾਂ ਅਸਾਮੀਆਂ ਉਤੇ ਭਰਤੀ ਕੀਤੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਅੱਗ ਬੁਝਾਊ ਸਟਾਫ ਵਿੱਚ ਮਹਿਲਾਵਾਂ ਦੀ ਭਰਤੀ ਲਈ ਫਿਜ਼ੀਕਲ ਟੈਸਟ ਦੇ ਮੌਜੂਦਾ ਮਾਪਦੰਡ ਬਦਲਣ ਲਈ ਨਿਯਮਾਂ ਵਿੱਚ ਲੋੜੀਂਦੀਆਂ ਸੋਧਾਂ ਕੀਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਨ੍ਹਾਂ ਨਿਯਮਾਂ ਨੂੰ ਬਦਲਣ ਲਈ ਕੁਝ ਵੀ ਨਹੀਂ ਕੀਤਾ ਕਿਉਂਕਿ ਇਨ੍ਹਾਂ ਸਿਆਸਤਦਾਨਾਂ ਨੂੰ ਲੋਕਾਂ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨਾਲ ਕੋਈ ਸਰੋਕਾਰ ਨਹੀਂ ਸੀ। ਉਹਨਾਂ ਕਿਹਾ ਕਿ ਅੱਗ ਬੁਝਾਊ ਸਟਾਫ ਵਿੱਚ ਲੜਕੀਆਂ ਦੀ ਭਰਤੀ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੋਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਦੇਸ਼ ਭਰ ਵਿੱਚ ਆਪਣੀ ਕਿਸਮ ਦੀ ਪਹਿਲੀ ਸਮਰਪਿਤ ਸੜਕ ਸੁਰੱਖਿਆ ਫੋਰਸ ਕਾਇਮ ਕੀਤੀ ਹੈ ਤਾਂ ਕਿ ਸੂਬਾਈ ਤੇ ਕੌਮੀ ਸ਼ਾਹਰਾਹਾਂ ਉਤੇ ਵਾਪਰਨ ਵਾਲੇ ਸੜਕ ਹਾਦਸਿਆਂ ਵਿੱਚ ਅਜਾਈਂ ਜਾਂਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਣ ਅਤੇ ਸੁਰੱਖਿਆ ਵਧਾਈ ਜਾ ਸਕੇ। ਵਿਸ਼ੇਸ਼ ਸਿਖਲਾਈ ਪ੍ਰਾਪਤ ਨਵੇਂ ਭਰਤੀ 1597 ਮੁਲਾਜ਼ਮ ਇਸ ਫੋਰਸ ਦੀ ਰੀੜ੍ਹ ਦੀ ਹੱਡੀ ਵਜੋਂ ਕੰਮ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਅਤਿ-ਆਧੁਨਿਕ ਮਸ਼ੀਨਰੀ ਨਾਲ ਲੈਸ 144 ਵਾਹਨ ਮੁਹੱਈਆ ਕੀਤੇ ਗਏ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਪਿਛਲੇ ਹੁਕਮਰਾਨਾਂ ਨੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ, ਜਿਸ ਕਾਰਨ ਸੂਬਾ ਵਾਸੀ ਨਿਰਾਸ਼ ਹੋ ਗਏ ਸਨ। ਉਹਨਾਂ ਕਿਹਾ ਕਿ ਸੂਬੇ ਦੇ ਲੋਕਾਂ ਨੇ ਇਨ੍ਹਾਂ ਆਗੂਆਂ ਨੂੰ ਸੱਤਾ ਤੋਂ ਲਾਂਭੇ ਕਰ ਦਿੱਤਾ ਹੈ, ਜੋ ਹੁਣ ਸਿਆਸੀ ਗੁਮਨਾਮੀ ਵਿੱਚ ਚਲੇ ਗਏ ਹਨ ਅਤੇ ਸਿਆਸੀ ਪਾਰਟੀਆਂ ਧੜੇਬੰਦੀ ਦੀਆਂ ਸ਼ਿਕਾਰ ਹਨ।
ਇਸ ਮੌਕੇ ਨਵ-ਨਿਯੁਕਤ ਸੁਪਰਵਾਈਜ਼ਰ ਨਵਦੀਪ ਕੌਰ ਨੇ ਮੁੱਖ ਮੰਤਰੀ ਅਤੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਰੱਖੜੀ ਬੰਨ੍ਹੀ। ਇਸ ਮੌਕੇ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ, ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਤੋਂ ਇਲਾਵਾ ਵੱਖ-ਵੱਖ ਸ਼ਖਸੀਅਤਾਂ ਹਾਜ਼ਰ ਸਨ।
Mohali
ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।
ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।
ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।
Chandigarh
ਦੂਜੇ ਸੂਬਿਆਂ ਅਤੇ ਵਿਦੇਸ਼ਾਂ ਵਿੱਚ ਲੁਕੇ ਗੈਂਗਸਟਰਾਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਲਈ ਵਚਨਬੱਧ ਹੈ ਪੰਜਾਬ ਪੁਲੀਸ : ਗੌਰਵ ਯਾਦਵ
ਪੰਜਾਬ ਸਰਕਾਰ ਨੇ ਗੌਰਵ ਯਾਦਵ ਨੂੰ ਬਣਾਇਆ ਸੂਬੇ ਦਾ ਰੈਗੂਲਰ ਡੀ ਜੀ ਪੀ
ਚੰਡੀਗੜ੍ਹ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਨੇ 1992 ਬੈਚ ਦੇ ਆਈ ਪੀ ਐਸ ਅਧਿਕਾਰੀ ਗੌਰਵ ਯਾਦਵ ਨੂੰ ਰੈਗੂਲਰ ਡੀ ਜੀ ਪੀ ਵਜੋਂ ਨਿਯੁਕਤ ਕਰ ਦਿੱਤਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇਸ ਮਾਮਲੇ ਤੇ 13 ਅਕਤੂਬਰ ਨੂੰ ਸੁਣਵਾਈ ਹੋਣੀ ਹੈ ਅਤੇ ਉਸ ਤੋਂ ਪਹਿਲਾਂ ਹੀ ਅੱਜ ਪੰਜਾਬ ਸਰਕਾਰ ਨੇ ਅੱਜ ਗੌਰਵ ਯਾਦਵ ਨੂੰ ਰੈਗੂਲਰ ਡੀ ਜੀ ਪੀ ਵਜੋਂ ਨਿਯੁਕਤ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ।
ਅਹੁਦਾ ਸੰਭਾਲਣ ਤੋਂ ਬਾਅਦ ਡੀ ਜੀ ਪੀ ਗੌਰਵ ਯਾਦਵ ਨੇ ਕਿਹਾ ਕਿ ਗੈਂਗਸਟਰਾਂ ਤੇ ਸਮਾਜ ਵਿਰੋਧੀ ਅਨਸਰਾਂ ਲਈ ਸੂਬੇ ਵਿੱਚ ਕੋਈ ਥਾਂ ਨਹੀਂ ਹੈ। ਉਹ ਦੇਸ਼ ਦੇ ਕਿਸੇ ਵੀ ਹਿੱਸੇ ਜਾਂ ਵਿਦੇਸ਼ ਵਿੱਚ ਲੁਕੇ ਹੋਣ, ਪੰਜਾਬ ਪੁਲੀਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਕੇ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣਾ ਪੁਲੀਸ ਦੀ ਤਰਜੀਹ ਹੈ। ਦੇਸ਼ ਵਿਰੋਧੀ ਅਨਸਰਾਂ ਨੂੰ ਆਪਣੇ ਮਨਸੂਬਿਆਂ ਵਿੱਚ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਗੈਂਗਸਟਰਾਂ ਅਤੇ ਉਨ੍ਹਾਂ ਦੇ ਨੈਟਵਰਕ ਵਿਰੁੱਧ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ। ਪੁਲੀਸ ਸੰਗਠਿਤ ਅਪਰਾਧ ਨੂੰ ਖ਼ਤਮ ਕਰਨ ਅਤੇ ਨਸ਼ਾ ਤਸਕਰੀ ਦੇ ਨੈਟਵਰਕ ਨੂੰ ਤੋੜਨ ਲਈ ਲਗਾਤਾਰ ਕਾਰਵਾਈ ਕਰ ਰਹੀ ਹੈ।
ਆਈ ਪੀ ਐਸ ਅਧਿਕਾਰੀ ਗੌਰਵ ਯਾਦਵ ਜੁਲਾਈ 2022 ਤੋਂ ਕਾਰਜਕਾਰੀ ਡੀਜੀਪੀ ਵਜੋਂ ਸੇਵਾਵਾਂ ਨਿਭਾ ਰਹੇ ਹਨ। ਪੰਜਾਬ ਪੁਲੀਸ ਦੇ ਮੁਖੀ ਵਜੋਂ ਨਿਯੁਕਤੀ ਲਈ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਸੂਚੀਬੱਧ ਕੀਤੇ ਗਏ ਤਿੰਨ ਅਧਿਕਾਰੀਆਂ ਵਿੱਚ ਉਨ੍ਹਾਂ ਦਾ ਨਾਂ ਸ਼ਾਮਲ ਹੈ ਜਦੋਂ ਕਿ ਇਸ ਪੈਨਲ ਵਿੱਚ ਦੋ ਅਧਿਕਾਰੀ ਸ਼ਰਦ ਸੱਤਿਆ ਚੌਹਾਨ ਅਤੇ ਹਰਪ੍ਰੀਤ ਸਿੰਘ ਸਿੱਧੂ ਸ਼ਾਮਲ ਹਨ। ਪੈਨਲ ਮਿਲਣ ਤੋਂ ਬਾਅਦ ਜੁਲਾਈ ਮਹੀਨੇ ਤੋਂ ਰੈਗੂਲਰ ਡੀ ਜੀ ਪੀ ਦੀ ਨਿਯੁਕਤੀ ਲਟਕੀ ਹੋਈ ਸੀ।
ਇਸ ਸੰਬੰਧੀ ਐਡਵੋਕੇਟ ਨਿਖਿਲ ਥਮਨ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਪੰਜਾਬ ਵਿੱਚ ਲੰਮੇ ਸਮੇਂ ਤੋਂ ਕਾਰਜਕਾਰੀ ਡੀ ਜੀ ਪੀ ਹੋਣ ਦੀ ਵਿਵਸਥਾ ਨੂੰ ਚੁਣੌਤੀ ਦਿੱਤੀ ਸੀ। ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਡਿਵੀਜ਼ਨ ਬੈਂਚ ਨੇ ਪਹਿਲੀ ਅਕਤੂਬਰ ਨੂੰ ਪੰਜਾਬ ਸਰਕਾਰ ਨੂੰ ਰੈਗੂਲਰ ਡੀਜੀਪੀ ਦੀ ਨਿਯੁਕਤੀ ਬਾਰੇ ਢੁਕਵਾਂ ਫ਼ੈਸਲਾ ਲੈਣ ਦੇ ਆਦੇਸ਼ ਦਿੱਤੇ ਸਨ। ਹਾਈ ਕੋਰਟ ਨੇ ਮੁੱਖ ਸਕੱਤਰ ਕੇ. ਏ. ਪੀ. ਸਿਨਹਾ ਨੂੰ 13 ਅਕਤੂਬਰ ਨੂੰ ਹੋਣ ਵਾਲੀ ਅਗਲੀ ਸੁਣਵਾਈ ਤੱਕ ਅਦਾਲਤ ਵਿੱਚ ਇਸ ਸਬੰਧੀ ਪਾਲਣਾ ਸਬੰਧੀ ਹਲਫ਼ਨਾਮਾ ਪੇਸ਼ ਕਰਨ ਦੀ ਹਦਾਇਤ ਕੀਤੀ ਸੀ। ਜਿਕਰਯੋਗ ਹੈ ਕਿ ਗੌਰਵ ਯਾਦਵ ਜੁਲਾਈ 2022 ਤੋਂ ਬਤੌਰ ਕਾਰਜਕਾਰੀ ਡੀਜੀਪੀ ਕੰਮ ਕਰ ਰਹੇ ਹਨ। ਉਨ੍ਹਾਂ ਦੀ ਸੇਵਾਮੁਕਤੀ 30 ਅਪਰੈਲ 2029 ਨੂੰ ਹੋਣੀ ਹੈ।
Mohali
ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ
ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।
ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।
ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।
-
National2 months agoਹਸਪਤਾਲ ਵਿੱਚ ਵੈਂਟੀਲੇਟਰ ਫਟਣ ਕਾਰਨ ਲੱਗੀ ਅੱਗ ਵਿੱਚ 3 ਨਵਜੰਮੇ ਬੱਚਿਆਂ ਦੀ ਮੌਤ
-
International4 weeks ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International1 month agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
Mohali2 months agoਬੂਥ ਮਾਰਕੀਟ ਐਸੋਸੀਏਸ਼ਨ ਫੇਜ਼ 2 ਮੁਹਾਲੀ ਦਾ ਵਫਦ ਮੇਅਰ ਸਰਬਜੀਤ ਸਿੰਘ ਸਮਾਣਾ ਨੂੰ ਮਿਲਿਆ
-
International1 month agoਨੇਪਾਲ ਵਿੱਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 210 ਹੋਈ, ਕਈ ਲਾਪਤਾ
-
International1 month agoਤਿੱਬਤ ਤੋਂ ਆਏ ਹੜ੍ਹ ਕਾਰਨ ਨੇਪਾਲ ਵਿੱਚ ਭਾਰੀ ਤਬਾਹੀ, ਦਰਜਨਾਂ ਪਿੰਡ ਤਬਾਹ
-
International3 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
