Connect with us

Mohali

ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਲਗਾਤਾਰ ਹੋ ਰਿਹਾ ਹੈ ਕੰਮ : ਭਗਵੰਤ ਸਿੰਘ ਮਾਨ

Published

on

 

ਐਂਟੀ ਨਾਰਕੋਟਿਕਸ ਟਾਸਕ ਫੋਰਸ ਦੇ ਨਵੇਂ ਦਫ਼ਤਰ ਦਾ ਉਦਘਾਟਨ ਕੀਤਾ, ਨਸ਼ਾ ਵਿਰੋਧੀ ਹੈਲਪਲਾਈਨ ਤੇ ਵਟਸਐਪ ਚੈਟਬੋਟ ਦੀ ਵੀ ਕੀਤੀ ਸ਼ੁਰੂਆਤ

ਐਸ ਏ ਐਸ ਨਗਰ, 28 ਅਗਸਤ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਸਰਕਾਰ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ ਅਤੇ ਇਸਦੇ ਤਹਿਤ ਪੰਜਾਬ ਸਰਕਾਰ ਨੇ ਮੌਜੂਦਾ ਵਿਸ਼ੇਸ਼ ਟਾਸਕ ਫੋਰਸ ਦੀ ਬਜਾਏ ‘ਅਪੈਕਸ ਸਟੇਟ ਲੈਵਲ ਡਰੱਗ ਲਾਅ ਇਨਫੋਰਸਮੈਂਟ ਯੂਨਿਟ’ ਨੂੰ ਐਂਟੀ ਨਾਰਕੋਟਿਕਸ ਟਾਸਕ ਫੋਰਸ ਵਜੋਂ ਨਵਾਂ ਰੂਪ ਦੇਣ ਦਾ ਫੈਸਲਾ ਕੀਤਾ ਹੈ।

ਪੁਲੀਸ ਸਟੇਸ਼ਨ ਸੋਹਾਣਾ, ਸੈਕਟਰ-79 ਐਸ.ਏ.ਐਸ.ਨਗਰ ਦੀ ਦੂਜੀ ਮੰਜ਼ਿਲ ਤੇ ਬਣਾਏ ਗਏ ਐਂਟੀ ਨਾਰਕੋਟਿਕਸ ਟਾਸਕ ਫੋਰਸ ਦੇ ਨਵੇਂ ਦਫ਼ਤਰ ਦਾ ਉਦਘਾਟਨ ਕਰਨ ਅਤੇ ਨਸ਼ਾ ਵਿਰੋਧੀ ਹੈਲਪਲਾਈਨ ਤੇ ਵਟਸਐਪ ਚੈਟਬੋਟ ਦੀ ਸ਼ੁਰੂਆਤ ਕਰਨ ਮੌਕੇ ਉਹਨਾਂ ਕਿਹਾ ਕਿ ਟਾਸਕ ਫੋਰਸ ਸਿਰਫ਼ ਨਵੀਂ ਬੋਤਲ ਵਿਚ ਪੁਰਾਣੀ ਸ਼ਰਾਬ ਨਹੀਂ ਹੈ ਬਲਕਿ ਇਸ ਨਵੀਂ ਵਿਸ਼ੇਸ਼ ਫੋਰਸ ਨੂੰ ਨਸ਼ਿਆਂ ਦੀ ਅਲਾਮਤ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਵਾਧੂ ਮੁਲਾਜ਼ਮ, ਸਾਧਨਾਂ ਅਤੇ ਤਕਨਾਲੋਜੀ ਨਾਲ ਲੈਸ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਐਂਟੀ ਨਾਰਕੋਟਿਕਸ ਟਾਸਕ ਫੋਰਸ ਦੀ ਮੌਜੂਦਾ ਮੁਲਾਜ਼ਮਾਂ ਦੀ ਗਿਣਤੀ ਨੂੰ 400 ਤੋਂ ਦੁੱਗਣਾ ਕਰ ਕੇ 861 ਕੀਤਾ ਜਾ ਰਿਹਾ ਹੈ ਅਤੇ ਪੁਲੀਸ ਵਿਭਾਗ ਲਈ ਆਉਣ ਵਾਲੀਆਂ 10,000 ਨਵੀਆਂ ਅਸਾਮੀਆਂ ਦੇ ਹਿੱਸੇ ਵਜੋਂ ਐਂਟੀ ਨਾਰਕੋਟਿਕਸ ਟਾਸਕ ਫੋਰਸ ਲਈ ਇਹ ਨਵੀਆਂ ਅਸਾਮੀਆਂ ਬਣਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਮੌਜੂਦਾ ਵਿੱਤੀ ਸਾਲ 2024-25 ਵਿੱਚ ਐਂਟੀ ਨਾਰਕੋਟਿਕਸ ਟਾਸਕ ਫੋਰਸ ਦੀ ਨਵੀਂ ਸਥਾਪਿਤ ਇੰਟੈਲੀਜੈਂਸ ਅਤੇ ਤਕਨੀਕੀ ਇਕਾਈ ਨੂੰ ਅਤਿ ਆਧੁਨਿਕ ਏਜੰਸੀ ਵਜੋਂ ਵਿਕਸਤ ਕਰਨ ਲਈ ਹਾਈ ਟੈਕ ਸਾਫਟਵੇਅਰ, ਹਾਰਡਵੇਅਰ ਦੀ ਖ਼ਰੀਦ ਅਤੇ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਲਈ 12 ਕਰੋੜ ਰੁਪਏ ਮੁਹੱਈਆ ਕਰਵਾਏ ਹਨ ਅਤੇ ਫੋਰਸ ਦੀ ਬਿਹਤਰੀ ਲਈ 14 ਨਵੀਆਂ ਮਹਿੰਦਰਾ ਸਕਾਰਪੀਓ ਗੱਡੀਆਂ ਦਿੱਤੀਆਂ ਜਾਣਗੀਆਂ।

ਨਸ਼ਾ ਵਿਰੋਧੀ ਹੈਲਪਲਾਈਨ ਤੇ ਵਟਸਐਪ ਚੈਟਬੋਟ ਦੀ ਸ਼ੁਰੂਆਤ ਕਰਦਿਆਂ ਉਹਨਾਂ ਕਿਹਾ ਕਿ ਇਹ ਹੈਲਪਲਾਈਨ ਆਮ ਨਾਗਰਿਕਾਂ ਅਤੇ ਨਸ਼ਾ ਪੀੜਤਾਂ ਨੂੰ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦੇਣ ਦਾ ਮੌਕਾ ਪ੍ਰਦਾਨ ਕਰੇਗੀ ਅਤੇ ਨਸ਼ਾ ਛੱਡਣ ਦੇ ਇਰਾਦੇ ਵਾਲੇ ਪੀੜਤਾਂ ਲਈ ਡਾਕਟਰੀ ਸਹਾਇਤਾ ਯਕੀਨੀ ਬਣਾਏਗੀ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਸ ਨਾਲ ਜ਼ਮੀਨੀ ਪੱਧਰ ਤੇ ਨਸ਼ਿਆਂ ਦੀ ਤਸਕਰੀ ਰੋਕਣ ਅਤੇ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਦੀ ਪਛਾਣ ਕਰਨ ਵਿੱਚ ਮਦਦ ਮਿਲੇਗੀ ਅਤੇ ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਐਂਟੀ ਨਾਰਕੋਟਿਕਸ ਟਾਸਕ ਫੋਰਸ ਨੂੰ ਮੁਹਾਲੀ ਵਿਖੇ ਆਪਣਾ ਸੁਤੰਤਰ ਹੈੱਡਕੁਆਰਟਰ ਸਥਾਪਿਤ ਕਰਨ ਲਈ ਇਕ ਏਕੜ ਵੱਖਰੀ ਜ਼ਮੀਨ ਮੁਹੱਈਆ ਕਰਵਾਈ ਜਾਵੇਗੀ।

ਉਹਨਾਂ ਕਿਹਾ ਕਿ ਪੁਲੀਸ ਅਮਨ ਕਾਨੂੰਨ ਨਾਲ ਸਬੰਧਤ ਗੰਭੀਰ ਮਾਮਲਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਪੁਲੀਸ ਨੂੰ ਡਰੋਨਾਂ ਅਤੇ ਸਰਹੱਦ ਪਾਰੋਂ ਤਸਕਰੀ ਦੇ ਰੂਪ ਵਿੱਚ ਨਵੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਪੰਜਾਬ ਪੁਲੀਸ ਆਪਣੀ ਡਿਊਟੀ ਕੁਸ਼ਲਤਾ ਨਾਲ ਨਿਭਾ ਰਹੀ ਹੈ। ਉਹਨਾਂ ਕਿਹਾ ਕਿ ਨਸ਼ਿਆਂ ਦੀ ਤਸਕਰੀ ਵਿੱਚ ਸ਼ਾਮਲ ਕਈ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਡੱਕਿਆ ਗਿਆ ਹੈ ਅਤੇ ਉਨ੍ਹਾਂ ਵਿਰੁੱਧ ਮਾਮਲੇ ਦਰਜ ਕਰਕੇ 379 ਨਸ਼ਾ ਤਸਕਰਾਂ ਦੀਆਂ 173 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਪੁਲੀਸ ਵਿੱਚ ਹੇਠਲੇ ਪੱਧਰ ਤੇ ਵੱਡੀ ਗਿਣਤੀ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਹਨ, ਜੋ ਲੰਬੇ ਸਮੇਂ ਤੋਂ ਆਪਣੇ ਪੁਰਾਣੇ ਅਹੁਦਿਆਂ ਤੇ ਬਣੇ ਹੋਏ ਸਨ। ਉਨ੍ਹਾਂ ਕਿਹਾ ਕਿ ਡਿਵੀਜ਼ਨਾਂ ਵਿੱਚ ਵੱਡੀ ਗਿਣਤੀ ਵਿੱਚ ਤਬਾਦਲੇ ਕੀਤੇ ਗਏ ਹਨ ਅਤੇ ਤਸਕਰਾਂ ਤੇ ਮੁਲਾਜ਼ਮਾਂ ਦੇ ਨੈੱਟਵਰਕ ਨੂੰ ਤੋੜਨ ਲਈ ਪੁਲੀਸ ਮੁਲਾਜ਼ਮਾਂ ਦੀਆਂ ਤਾਇਨਾਤੀਆਂ ਦੀ ਕਾਰਵਾਈ ਜਾਰੀ ਹੈ। ਇਸ ਕਦਮ ਦਾ ਮੰਤਵ ਸੂਬੇ ਵਿੱਚ ਨਸ਼ਿਆਂ ਦੀ ਤਸਕਰੀ ਨੂੰ ਰੋਕਣਾ ਹੈ ਕਿਉਂਕਿ ਉਨ੍ਹਾਂ ਨੂੰ ਰਿਪੋਰਟਾਂ ਮਿਲੀਆਂ ਸਨ ਕਿ ਹੇਠਲੇ ਪੱਧਰ ਦੇ ਪੁਲਿਸ ਮੁਲਾਜ਼ਮ ਅਤੇ ਨਸ਼ਾ ਤਸਕਰ ਆਪਸ ਵਿੱਚ ਮਿਲੇ ਹੋਏ ਹਨ।

ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਐਨ ਐਚ ਏ ਆਈ ਨੂੰ ਪੰਜਾਬ ਦੀ ਉਪਜਾਊ ਜ਼ਮੀਨ ਦੀ ਦੂਜੇ ਰਾਜਾਂ ਨਾਲ ਤੁਲਨਾ ਬੰਦ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜ਼ਮੀਨ ਪ੍ਰਾਪਤੀ ਨੂੰ ਲੈ ਕੇ ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਕੋਈ ਸਮੱਸਿਆ ਨਹੀਂ ਹੈ ਪਰ ਮਾਮਲਾ ਸਿਰਫ਼ ਜ਼ਮੀਨ ਦੇ ਢੁਕਵੇਂ ਭਾਅ ਦਾ ਹੈ। ਉਹਨਾਂ ਕਿਹਾ ਕਿ ਉਹ ਕੇਂਦਰ ਸਰਕਾਰ ਨੂੰ ਜ਼ਮੀਨੀ ਹਕੀਕਤ ਤੋਂ ਪਹਿਲਾਂ ਹੀ ਜਾਣੂ ਕਰਵਾ ਚੁੱਕੇ ਹਨ ਅਤੇ ਸੂਬੇ ਵਿੱਚ ਜ਼ਮੀਨ ਪ੍ਰਾਪਤੀ ਦਾ ਕੰਮ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ।

ਇਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਨੂੰ ਕੰਗਣਾ ਰਣੌਤ ਵਰਗੇ ਆਪਣੇ ਵਿਵਾਦਤ ਸੰਸਦ ਮੈਂਬਰਾਂ ਨੂੰ ਨੱਥ ਪਾਉਣੀ ਚਾਹੀਦੀ ਹੈ, ਜੋ ਆਪਣੇ ਬਿਆਨਾਂ ਨਾਲ ਦੇਸ਼ ਦਾ ਮਾਹੌਲ ਖ਼ਰਾਬ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੰਗਣਾ ਮੰਡੀ ਹਲਕੇ ਦੇ ਲੋਕਾਂ ਦੀ ਭਲਾਈ ਵੱਲ ਧਿਆਨ ਦੇਣ ਦੀ ਬਜਾਏ ਆਪਣੇ ਬੇਬੁਨਿਆਦ ਬਿਆਨਾਂ ਰਾਹੀਂ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਨੂੰ ਅਜਿਹੇ ਆਗੂਆਂ ਨੂੰ ਕਾਬੂ ਕਰਨਾ ਚਾਹੀਦਾ ਹੈ ਕਿਉਂਕਿ ਸਿਰਫ਼ ਇਹ ਬਿਆਨ ਦੇਣ ਨਾਲ ਕਿ ਇਹ ਸੰਸਦ ਮੈਂਬਰਾਂ ਦੇ ਨਿੱਜੀ ਵਿਚਾਰ ਹਨ, ਭਗਵਾ ਪਾਰਟੀ ਆਪਣੀ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੀ।

Mohali

ਸਰਕਾਰ ਵੱਲੋਂ ਰਜਿਸਟਰੀਆਂ ਦੀ ਗਿਣਤੀ ਵਧਾਉਣ ਕਰਕੇ ਮੁਹਾਲੀ ਤਹਿਸੀਲ ਵਿੱਚ ਰਜਿਸਟਰੀ ਕਰਵਾਉਣ ਵਾਲਿਆਂ ਦੀ ਲੱਗੀ ਭੀੜ

Published

on

By

 

 

ਐਸ ਏ ਐਸ ਨਗਰ, 27 ਫਰਵਰੀ (ਪਰਵਿੰਦਰ ਕੌਰ ਜੱਸੀ) ਮੁਹਾਲੀ ਵਿਚਲੀ ਤਹਿਸੀਲ ਵਿੱਚ ਅੱਜ ਰਜਿਸਟਰੀਆਂ ਕਰਵਾਉਣ ਵਾਲਿਆਂ ਦੀ ਭੀੜ ਲੱਗੀ ਹੋਈ ਹੈ ਅਤੇ ਰਜਿਸਟਰੀਆਂ ਕਰਨ ਦਾ ਸਿਲਸਿਲਾ ਦੇਰ ਸ਼ਾਮ ਤੱਕ ਜਾਰੀ ਰਹੇਗਾ।

ਪ੍ਰਾਪਤ ਜਾਣਕਾਰੀ ਅਨੁਸਾਰ ਸਰਕਾਰ ਵੱਲੋਂ ਐਨ ਓ ਸੀ ਤੋਂ ਬਿਨਾਂ ਹੋਣ ਵਾਲੀਆਂ ਰਜਿਸਟੀ੍ਰਆਂ ਦੀ ਵਧੀ ਗਿਣਤੀ ਨੂੰ ਮੁੱਖ ਰੱਖਦਿਆਂ ਪ੍ਰਤੀ ਦਿਨ 400 ਰਜਿਸਟਰੀਆਂ ਕਰਨ ਦਾ ਹੁਕਮ ਕੀਤਾ ਸੀ ਜਦੋਂਕਿ ਪਹਿਲਾਂ ਪ੍ਰਤੀ ਦਿਨ 225 ਅਤੇ 10 ਤਤਕਾਲ ਦੀਆਂ ਮਿਲਾ ਕੇ ਕੁੱਲ 235 ਰਜਿਸਟਰੀਆਂ ਹੁੰਦੀਆਂ ਸਨ। ਪ੍ਰਤੀਦਿਨ ਰਜਿਸਟ੍ਰੀਆਂ ਦੀ ਗਿਣਤੀ ਘੱਟ ਹੋਣ ਰਜਿਸਟਰੀਆਂ ਪੂਰੀਆਂ ਨਹੀਂ ਹੋ ਰਹੀਆਂ ਸਨ ਜਿਸ ਕਾਰਨ ਲੋਕਾਂ ਵੱਲੋਂ ਸਰਕਾਰ ਨੂੰ ਅਪੀਲ ਕੀਤੀ ਗਈ ਕਿ ਸੀ ਸਮਾਂ ਘੱਟ ਹੋਣ ਕਾਰਨ ਰਜਿਸਟਰੀਆਂ ਪੂਰੀਆਂ ਨਹੀਂ ਹੋ ਪਾ ਰਹੀਆਂ ਅਤੇ ਲੋਕ ਖੱਜਲ ਖੁਆਰ ਹੋ ਰਹੇ ਹਨ ਇਸ ਲਈ ਰਜਿਸਟ੍ਰੀਆਂ ਦੇ ਸਲਾਟ ਵਧਾਏ ਜਾਣ। ਸਰਕਾਰ ਵੱਲੋਂ ਆਮ ਲੋਕਾਂ ਦੀ ਪਰੇਸ਼ਾਨੀ ਨੂੰ ਸਮਝਦਿਆਂ ਪ੍ਰਤੀ ਦਿਨ ਰਜਿਸਟਰੀਆਂ ਕਰਵਾਉਣ ਦੀ ਗਿਣਤੀ 235 ਤੋਂ ਵਧਾ ਕੇ 400 ਕਰ ਦਿੱਤੀ ਗਈ ਅਤੇ ਸਰਕਾਰ ਦੇ ਹੁਕਮਾਂ ਅਨੁਸਾਰ 28 ਫਰਵਰੀ ਨੂੰ ਵੀ 400 ਰਜਿਸਟਰੀਆਂ ਕੀਤੀਆਂ ਜਾਣਗੀਆਂ।

ਰਜਿਸਟਰੀਆਂ ਕਰਨ ਦੀ ਗਿਣਤੀ ਵਧਾਉਣ ਦੇ ਕਾਰਨ ਹੀ ਮੁਹਾਲੀ ਦੀ ਤਹਿਸੀਲ ਵਿੱਚ ਅੱਜ ਭਾਰੀ ਭੀੜ ਸੀ ਅਤੇ ਲਗਾਤਾਰ ਰਜਿਸਟ੍ਰੀਆਂ ਹੋ ਰਹੀਆਂ ਸਨ। ਰਜਿਸਟਰੀ ਕਰਵਾਉਣ ਆਏ ਲੋਕਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਕਿਹਾ ਕਿ ਤੇ ਕਾਫੀ ਸਮੇਂ ਤੋਂ ਰਜਿਸਟਰੀਆਂ ਬੰਦ ਹੋਣ ਕਾਰਨ ਬਹੁਤ ਨਿਰਾਸ਼ਾ ਦੀ ਹਾਲਤ ਵਿੱਚ ਸਨ ਅਤੇ ਸਰਕਾਰ ਵਲੋਂ ਰਜਿਸਟਰੀਆਂ ਦੀ ਪ੍ਰਤੀ ਦਿਨ ਵਧਾਈ ਗਈ ਗਿਣਤੀ ਤੋਂ ਉਹਨਾਂ ਨੂੰ ਲੱਗਦਾ ਹੈ ਕਿ ਉਹਨਾਂ ਦੀ ਕਾਫੀ ਸਮੇਂ ਤੋਂ ਚਲੀ ਆ ਰਹੀ ਸਮੱਸਿਆ ਦੂਰ ਹੋ ਜਾਵੇਗੀ।

Continue Reading

Mohali

ਬੀਬੀ ਭਾਨੀ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ

Published

on

By

 

ਐਸ ਏ ਐਸ ਨਗਰ, 27 ਫਰਵਰੀ (ਸ.ਬ.) ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸਿੱਖ ਕੌਮ ਦੀ ਸਤਿਕਾਰਤ ਹਸਤੀ ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਸਬੰਧ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਸਾਰਾ ਦਿਨ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਭਾਈ ਰਵਿੰਦਰ ਸਿੰਘ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਗੁਰੂ ਸਪੁੱਤਰੀ, ਗੁਰੂ ਮਹਿਲ, ਗੁਰੂ ਮਾਤਾ, ਗੁਰੂ ਦਾਦੀ ਬੀਬੀ ਭਾਨੀ ਜੀ ਦਾ ਪੂਰਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਵਿਸਥਾਰ ਸਹਿਤ ਢਾਡੀ ਵਾਰਾਂ ਵਿੱਚ ਸੁਣਾਇਆ। ਸ਼੍ਰੋਮਣੀ ਪ੍ਰਚਾਰਕ ਭਾਈ ਸਰੂਪ ਸਿੰਘ ਨੇ ਆਪਣੇ ਪ੍ਰਵਚਨਾਂ ਰਾਹੀਂ ਬੀਬੀ ਭਾਨੀ ਜੀ ਨੂੰ ਤੀਜੇ ਗੁਰੂ ਸ੍ਰੀ ਗੁਰੂ ਅਮਰਦਾਸ ਜੀ ਮਹਾਰਾਜ ਜੀ ਦੀ ਸਪੁੱਤਰੀ, ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਜੀ ਦੇ ਮਹਿਲ, ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਮਾਤਾ ਅਤੇ ਛੇਵੇਂ ਗੁਰੂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਦਾਦੀ ਜੀ ਹੋਣ ਦਾ ਮਾਣ ਪ੍ਰਾਪਤ ਹੋਣ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਜਾਣੂ ਕਰਵਾਇਆ ।

ਭਾਈ ਅਮਰਜੀਤ ਸਿੰਘ ਦੇ ਰਾਗੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਇਸ ਤੋਂ ਇਲਾਵਾ ਸ਼੍ਰੋਮਣੀ ਪ੍ਰਚਾਰਕ ਭਾਈ ਰਾਮ ਸਿੰਘ, ਭਾਈ ਜਸਵੰਤ ਸਿੰਘ, ਮਿੱਤਰ ਪਿਆਰੇ ਨੂੰ ਕੀਰਤਨੀ ਜੱਥਾ, ਹਰਰੱਸ ਕੀਰਤਨੀ ਜੱਥਾ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਜਤਿੰਦਰ ਸਿੰਘ ਦੇ ਜੱਥੇ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਹਰਬਖਸ਼ ਸਿੰਘ, ਭਾਈ ਜਸਵਿੰਦਰ ਸਿੰਘ ਅਤੇ ਭਾਈ ਗੁਰਮੀਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਹਰ ਵਿਭਾਗ ਦੇ ਮਾਹਿਰ ਡਾਕਟਰਾਂ ਵਲੋ ਮਰੀਜਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁ ਪ੍ਰਬੰਧਕ ਕਮੇਟੀ ਵਲੋ ਦਿੱਤੀ ਗਈ। ਗੁਰੂ ਦਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਗਿਆ।

Continue Reading

Mohali

ਮੁਹਾਲੀ ਵਿੱਚ ਬਿਨਾਂ ਐਨਓਸੀ ਰਜਿਸਟਰੀ ਮਾਮਲੇ ਵਿੱਚ ਲੋਕ ਪਰੇਸ਼ਾਨ

Published

on

By

 

ਡਿਪਟੀ ਮੇਅਰ ਕੁਲਜੀਤ ਬੇਦੀ ਨੇ ਤਹਿਸੀਲਦਾਰ ਨੂੰ ਮਿਲ ਕੇ ਸਰਕਾਰ ਨੂੰ ਤਰੀਕ ਵਧਾਉਣ ਦੀ ਮੰਗ ਕੀਤੀ

ਐਸ ਏ ਐਸ ਨਗਰ, 27 ਫਰਵਰੀ (ਸ.ਬ.) ਮੁਹਾਲੀ ਵਿੱਚ ਬਿਨਾਂ ਐਨ ਓ ਸੀ ਹੋ ਰਹੀਆਂ ਰਜਿਸਟਰੀ ਦੇ ਮਾਮਲੇ ਨੂੰ ਲੈ ਕੇ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਾਂ ਦੈ ਸੰਬੰਧ ਵਿੱਚ ਨਗਰ ਨਿਗਮ ਦੇ ਡਿਪਟੀ ਮੇਅਰ ਸz ਕੁਲਜੀਤ ਸਿੰਘ ਬੇਦੀ ਨੇ ਮੁਹਾਲੀ ਦੇ ਤਹਿਸੀਲਦਾਰ ਨੂੰ ਮਿਲ ਕੇ ਸਰਕਾਰ ਤੋਂ ਤਰੀਕ ਰਜਿਸਟਰੀਆਂ ਦੀ ਵਧਾਉਣ ਦੀ ਮੰਗ ਕੀਤੀ ਹੈ। ਸz. ਬੇਦੀ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਲੋਕ ਰਜਿਸਟ੍ਰੀਆਂ ਕਰਵਾਉਣ ਲਈ ਵੱਡੀ ਪਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ। ਤਹਿਸੀਲਾਂ ਵਿੱਚ ਅਪਾਇੰਟਮੈਂਟਾਂ ਅਤੇ ਸਲਾਟ ਨਾ ਮਿਲਣ ਕਾਰਨ ਲੋਕ ਲੰਬੀਆਂ ਲਾਈਨਾਂ ਵਿੱਚ ਖੜ੍ਹੇ ਹੋਣ ਤੇ ਮਜਬੂਰ ਹਨ ਜਿਹੜੇ ਕਈ ਘੰਟਿਆਂ ਤਕ ਉਡੀਕ ਕਰਦੇ ਰਹਿੰਦੇ ਹਨ, ਪਰ ਬਹੁਤਿਆਂ ਨੂੰ ਰਜਿਸਟਰੀ ਨਾ ਹੋਣ ਕਾਰਨ ਵਾਪਸ ਜਾਣਾ ਪੈਂਦਾ ਹੈ।

ਇਸ ਦੌਰਾਨ ਅੱਜ ਮੌਕੇ ਤੇ ਪੁੱਜੇ ਡਿਪਟੀ ਮੇਅਰ ਨੇ ਇੱਥੇ ਪਰੇਸ਼ਾਨ ਹੋ ਰਹੇ ਲੋਕਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਹਾਲਾਤ ਇਹ ਹਨ ਕਿ ਲੋਕ ਰਾਤ 11 ਵਜੇ ਤਕ ਵੀ ਧੱਕੇ ਖਾ ਰਹੇ ਹਨ। ਖਾਸ ਤੌਰ ਤੇ ਔਰਤਾਂ, ਬਜ਼ੁਰਗ, ਤੇ ਛੋਟੇ ਬੱਚਿਆਂ ਵਾਲੇ ਲੋਕ ਘਰ ਦੇ ਕੰਮਕਾਜ ਛੱਡ ਕੇ ਆਉਂਦੇ ਹਨ, ਪਰ ਸਲਾਟ ਨਾ ਮਿਲਣ ਕਾਰਨ ਪੂਰਾ ਦਿਨ ਲੰਬੀਆਂ ਲਾਈਨਾਂ ਵਿੱਚ ਗੁਜ਼ਾਰਦੇ ਹਨ। ਉਹਨਾਂ ਕਿਹਾ ਕਿ 28 ਫਰਵਰੀ ਰਜਿਸਟਰੀ ਕਰਾਉਣ ਦੀ ਆਖਰੀ ਤਰੀਕ ਹੈ ਜਦੋਂ ਕਿ ਸੈਂਕੜਿਆਂ ਦੀ ਗਿਣਤੀ ਵਿੱਚ ਲੋਕ ਹਾਲੇ ਰਜਿਸਟਰੀਆਂ ਕਰਾਉਣ ਲਈ ਜਦੋ ਜਹਿਦ ਕਰ ਰਹੇ ਹਨ। ਉਹਨਾਂ ਮੁੜ ਮੰਗ ਕੀਤੀ ਕਿ ਇਹ ਤਰੀਕ 31 ਮਾਰਚ ਤੱਕ ਵਧਾਈ ਜਾਵੇ।

ਡਿਪਟੀ ਮੇਅਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਾਵੇਂ ਪਹਿਲਾਂ ਹੀ ਰਜਿਸਟਰੀਆਂ ਦੀ ਗਿਣਤੀ 470 ਤਕ ਵਧਾ ਦਿੱਤੀ ਗਈ ਹੈ, ਪਰ ਇਹ ਵੀ ਲੋਕਾਂ ਦੀ ਲੋੜ ਪੂਰੀ ਨਹੀਂ ਕਰ ਰਹੀ। ਤਹਿਸੀਲਦਾਰ ਅਤੇ ਅਧਿਕਾਰੀ ਪੂਰੀ ਗਤੀ ਨਾਲ ਕੰਮ ਕਰ ਰਹੇ ਹਨ, ਪਰ ਮਾਮਲਿਆਂ ਦੀ ਗਿਣਤੀ ਬਹੁਤ ਜਿਆਦਾ ਹੋਣ ਕਾਰਨ ਹਾਲਾਤ ਕੰਟਰੋਲ ਤੋਂ ਬਾਹਰ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਲੋਕ ਜਿਹੜੇ ਛੋਟੇ ਪਲਾਟਾਂ ਦੇ ਮਾਲਕ ਹਨ, ਉਹ ਰਜਿਸਟਰੀਆਂ ਕਰਵਾਉਣ ਲਈ ਲਾਈਨਾਂ ਵਿੱਚ ਖੜ੍ਹੇ ਹਨ, ਪਰ ਲੰਬੇ ਸਮੇਂ ਤਕ ਉਡੀਕ ਕਰਨ ਤੋਂ ਬਾਅਦ ਵੀ ਉਹਨਾਂ ਦੀ ਵਾਰੀ ਨਹੀਂ ਆ ਰਹੀ।

ਉਨ੍ਹਾਂ ਮੰਗ ਕੀਤੀ ਕਿ ਸਰਕਾਰ 31 ਮਾਰਚ ਤੱਕ ਤਰੀਕ ਵਧਾ ਕੇ ਇਸ ਸਮੱਸਿਆ ਦਾ ਪੱਕਾ ਹੱਲ ਕੱਢੇ, ਤਾਂ ਜੋ ਆਮ ਲੋਕਾਂ ਨੂੰ ਆਸਾਨੀ ਹੋ ਸਕੇ। ਉਹਨਾਂ ਕਿਹਾ ਕਿ ਅਧਿਕਾਰੀਆਂ ਨੇ ਉਹਨਾਂ ਨੂੰ ਭਰੋਸਾ ਦਿਵਾਇਆ ਹੈ ਕਿ ਜੇਕਰ ਸਰਕਾਰ ਵੱਲੋਂ ਵਾਧੂ ਸਲਾਟ ਦਿੱਤੇ ਜਾਂਦੇ ਹਨ, ਤਾਂ ਉਹ ਲੋਕਾਂ ਦੀ ਰਜਿਸਟਰੀਆਂ ਕਰਵਾਉਣ ਵਿੱਚ ਪੂਰੀ ਸਹਿਯੋਗੀ ਭੂਮਿਕਾ ਨਿਭਾਉਣਗੇ।

Continue Reading

Latest News

Trending