Editorial
ਜਿਲ੍ਹੇ ਵਿੱਚ ਜਨਤਕ ਥਾਵਾਂ ਤੇ ਹੁੰਦੀ ਸਿਗਰਟਨੋਸ਼ੀ ਤੇ ਕਾਬੂ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਏ ਪ੍ਰਸ਼ਾਸ਼ਨ
ਸਾਡੇ ਸ਼ਹਿਰ ਅਤੇ ਜਿਲ੍ਹੇ ਨੂੰ ਭਾਵੇਂ ਤੰਬਾਕੂ ਦੇ ਧੂਏਂ ਤੋਂ ਰਹਿਤ ਸ਼ਹਿਰ ਅਤੇ ਜਿਲ੍ਹੇ ਦਾ ਦਰਜਾ ਹਾਸਿਲ ਹੋਏ ਨੂੰ ਕਈ ਸਾਲ ਬੀਤ ਚੁੱਕੇ ਹਨ ਪਰੰਤੂ ਇਸਦੇ ਬਾਵਜੂਦ ਸਾਡੇ ਸ਼ਹਿਰ ਅਤੇ ਇਸਦੇ ਆਸ ਪਾਸ ਦੇ ਖੇਤਰ ਵਿੱਚ ਵੱਖੋ ਵੱਖਰੀਆਂ ਥਾਵਾਂ ਤੇ ਖੁੱਲੇਆਮ ਸਿਗਰਟਨੋਸ਼ੀ ਕੀਤੇ ਜਾਣ ਦੀ ਕਾਰਵਾਈ ਆਮ ਨਜਰ ਆ ਜਾਂਦੀ ਹੈ। ਇਸ ਦੌਰਾਨ ਪ੍ਰਸ਼ਾਸ਼ਨ ਵਲੋਂ ਭਾਵੇਂ ਸ਼ਹਿਰ ਅਤੇ ਇਸਦੇ ਆਸ ਪਾਸ ਦੇ ਖੇਤਰ ਵਿੱਚ ਜਨਤਕ ਥਾਵਾਂ ਤੇ ਖੁੱਲੇਆਮ ਹੁੰਦੀ ਸਿਗਰਟਨੋਸ਼ੀ ਤੇ ਕਾਬੂ ਕਰਨ ਲਈ ਲੋੜੀਂਦੇ ਪ੍ਰਬੰਧ ਕਰਨ ਦੇ ਦਾਅਵੇ ਕੀਤੇ ਜਾਂਦੇ ਹਨ ਪਰੰਤੂ ਜਮੀਨੀ ਹਾਲਾਤ ਇਹ ਹਨ ਕਿ ਸ਼ਹਿਰ ਵਿੱਚ ਜਨਤਕ ਥਾਵਾਂ ਤੇ ਸਿਗਰਟਨੋਸ਼ੀ ਦੀ ਕਾਰਵਾਈ ਆਮ ਹੈ ਅਤੇ ਵੱਖ ਵੱਖ ਥਾਵਾਂ ਤੇ ਸਿਗਰਟਨੋਸ਼ੀ ਦੇ ਸ਼ੌਕੀਨਾਂ ਨੂੰ ਧੂੰਆਂ ਉਡਾਉਂਦੇ ਆਮ ਵੇਖਿਆ ਜਾ ਸਕਦਾ ਹੈ। ਸ਼ਹਿਰ ਅਤੇ ਇਸਦੇ ਆਸਪਾਸ ਦੇ ਖੇਤਰ ਵਿੱਚ ਥਾਂ ਥਾਂ ਤੇ ਤੰਬਾਕੂਨੋਸ਼ੀ ਦਾ ਸਾਮਾਨ ਵੇਚਣ ਵਾਲੀਆਂ ਅਜਿਹੀਆਂ ਅਨੇਕਾਂ ਫੜੀਆਂ ਲੱਗਦੀਆਂ ਹਨ, ਜਿਹਨਾਂ ਰਾਂਹੀ ਆਮ ਲੋਕਾਂ ਨੂੰ ਜਨਤਕ ਤੌਰ ਤੇ ਸਿਗਰਟ, ਬੀੜੀ, ਜਰਦਾ ਅਤੇ ਤੰਬਾਕੂ ਦਾ ਅਜਿਹਾ ਹੋਰ ਸਾਜੋ ਸਾਮਾਨ ਵੇਚਿਆ ਜਾਂਦਾ ਹੈ। ਇਹਨਾਂ ਫੜੀਆਂ ਦੇ ਆਸਪਾਸ ਤੰਬਾਕੂਨੋਸ਼ੀ ਦੇ ਸ਼ੌਕੀਨ ਜਨਤਕ ਤੌਰ ਤੇ ਸਿਗਰਟਨੋਸ਼ੀ ਕਰਦੇ ਵੀ ਦਿਖਦੇ ਹਨ। ਸ਼ਹਿਰ ਦੇ ਵੱਖ ਵੱਖ ਫੇਜ਼ਾਂ ਦੀਆਂ ਮਾਰਕੀਟਾਂ ਦੀਆਂ ਪਾਰਕਿੰਗਾਂ ਅਤੇ ਸ਼ੋਰੂਮਾਂ ਵਿੱਚ ਪਈਆਂ ਖਾਲੀ ਥਾਵਾਂ ਵਿੱਚ ਆਪਣੇ ਠੀਏ ਬਣਾ ਕੇ ਚਾਹ ਅਤੇ ਹੋਰ ਨਿੱਕ ਸੁੱਕ ਵੇਚਣ ਵਾਲੇ ਅਜਿਹੇ ਕਈ ਦੁਕਾਨਦਾਰ ਹਨ ਜਿਹੜੇ ਤੰਬਾਕੂਨੋਸ਼ੀ ਦੇ ਸਾਮਾਨ ਦੀ ਵਿਕਰੀ ਕਰਦੇ ਹਨ ਅਤੇ ਇਹਨਾਂ ਫੜੀ ਵਾਲਿਆਂ ਦੇ ਆਸ ਪਾਸ ਲੋਕਾਂ ਵਲੋਂ ਜਨਤਕ ਤੌਰ ਤੇ ਕੀਤੀ ਜਾਂਦੀ ਸਿਗਰਟਨੋਸ਼ੀ ਦੀਆਂ ਸ਼ਿਕਾਇਤਾਂ ਵੀ ਆਮ ਹਨ।
ਇਸੇ ਤਰ੍ਹਾਂ ਮੁੱਖ ਸੜਕਾਂ ਦੇ ਕਿਨਾਰੇ ਵੀ ਪੇੜਾਂ ਥੱਲੇ ਆਪਣੇ ਝੋਲੇ ਰੱਖ ਕੇ ਤੰਬਾਕੂਨੋਸ਼ੀ ਦਾ ਸਾਮਾਨ ਵੇਚਣ ਵਾਲੇ ਅਜਿਹੇ ਫੜੀਆਂ ਵਾਲੇ ਨਜਰ ਆ ਜਾਂਦੇ ਹਨ, ਪਰੰਤੂ ਸਥਾਨਕ ਪ੍ਰਸ਼ਾਸ਼ਨ ਵਲੋਂ ਇਸ ਪੂਰੇ ਖੇਤਰ ਵਿੱਚ ਅਣਅਧਿਕਾਰਤ ਤਰੀਕੇ ਨਾਲ ਸ਼ਰ੍ਹੇਆਮ ਹੁੰਦੀ ਤੰਬਾਕੂ ਉਤਪਾਦਾਂ ਦੀ ਇਸ ਵਿਕਰੀ ਤੇ ਰੋਕ ਲਗਾਉਣ ਲਈ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ ਜਦੋਂਕਿ ਜਨਤਕ ਥਾਵਾਂ ਤੇ ਅਣਅਧਿਕਾਰਤ ਤਰੀਕੇ ਨਾਲ ਕੀਤੀ ਜਾਂਦੀ ਤੰਬਾਕੂਨੋਸ਼ੀ ਦੇ ਸਾਮਾਨ ਦੀ ਵਿਕਰੀ ਦੀ ਇਹ ਕਾਰਵਾਈ ਸਜਾਯੋਗ ਅਪਰਾਧ ਦੇ ਦਾਇਰੇ ਵਿੱਚ ਆਉਂਦੀ ਹੈ। ਇਸ ਸੰਬੰਧੀ ਕੇਂਦਰ ਸਰਕਾਰ ਵਲੋਂ ਦੇਸ਼ ਭਰ ਵਿੱਚ ਕਈ ਸਾਲ ਪਹਿਲਾਂ ਤੋਂ ਤੰਬਾਕੂਨੋਸ਼ੀ ਵਿਰੋਧੀ ਕਾਨੂੰਨ ਲਾਗੂ ਕੀਤਾ ਜਾ ਚੁੱਕਿਆ ਹੈ ਜਿਸਦੇ ਤਹਿਤ ਅਜਿਹਾ ਕਰਨ ਵਾਲੇ ਵਿਅਕਤੀ ਨੂੰ ਜੇਲ੍ਹ ਵੀ ਭੇਜਿਆ ਜਾ ਸਕਦਾ ਹੈ ਪਰੰਤੂ ਇਸਦੇ ਬਾਵਜੂਦ ਸ਼ਹਿਰ ਅਤੇ ਆਸਪਾਸ ਦੇ ਖੇਤਰ ਵਿੱਚ ਇਸ ਕਾਰਵਾਈ ਨੂੰ ਖੁੱਲ੍ਹੇਆਮ ਅੰਜਾਮ ਦਿੱਤਾ ਜਾਂਦਾ ਹੈ ਅਤੇ ਪ੍ਰਸ਼ਾਸ਼ਨ ਵਲੋਂ ਇਸ ਤਰੀਕੇ ਨਾਲ ਕੀਤੀ ਜਾਂਦੀ ਤੰਬਾਕੂ ਨੋਸ਼ੀ ਦੀ ਕਾਰਵਾਈ ਨੂੰ ਸਖਤੀ ਨਾਲ ਰੋਕਣ ਦੀ ਥਾਂ ਇਸਨੂੰ ਅਕਸਰ ਅਣਦੇਖਿਆ ਕਰ ਦਿੱਤਾ ਜਾਂਦਾ ਹੈ।
ਸਥਾਨਕ ਪ੍ਰਸ਼ਾਸ਼ਨ ਵਲੋਂ ਜਨਤਕ ਥਾਵਾਂ ਤੇ ਹੁੰਦੀ ਤੰਬਾਕੂਨੋਸ਼ੀ ਦੇ ਸਾਮਾਨ ਦੀ ਵਿਕਰੀ ਤੇ ਕਾਬੂ ਕਰਨ ਲਈ ਸਮਰਥ ਕਾਰਵਾਈ ਦੀ ਅਣਹੋਂਦ ਕਾਰਨ ਸਾਡੇ ਸ਼ਹਿਰ ਅਤੇ ਇਸਦੇ ਆਸ ਪਾਸ ਦੇ ਖੇਤਰ ਵਿੱਚ ਇਹ ਸਮੱਸਿਆ ਲਗਾਤਾਰ ਵੱਧ ਰਹੀ ਹੈ। ਇਸ ਸੰਬੰਧੀ ਭਾਵੇਂ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਜਨਤਕ ਥਾਵਾਂ ਤੇ ਗੈਰਕਾਨੂੰਨੀ ਢੰਗ ਨਾਲ ਅੰਜਾਮ ਦਿੱਤੀ ਜਾਣ ਵਾਲੀ ਇਸ ਕਾਰਵਾਈ ਤੇ ਕਾਬੂ ਕਰਨ ਲਈ ਬਾਕਾਇਦਾ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ ਅਤੇ ਇਸ ਕਮੇਟੀ ਵਲੋਂ ਕਦੇ ਕਦਾਰ ਕਾਰਵਾਈ ਵੀ ਕੀਤੀ ਜਾਂਦੀ ਹੈ ਪਰੰਤੂ ਪ੍ਰਸ਼ਾਸ਼ਨ ਦੀ ਇਹ ਕਾਰਵਾਈ ਸ਼ਹਿਰ ਵਿੱਚ ਵੱਡੇ ਪੱਧਰ ਤੇ ਕੀਤੀ ਜਾਂਦੀ ਤੰਬਾਕੂਨੋਸ਼ੀ ਦੇ ਸਾਮਾਨ ਦੀ ਅਣਅਧਿਕਾਰਤ ਵਿਕਰੀ ਦੀ ਇਸ ਗੈਰ ਕਾਨੂੰਨੀ ਕਾਰਵਾਈ ਨੂੰ ਕਾਬੂ ਕਰਨ ਦੀ ਸਮਰਥ ਨਹੀਂ ਹੈ ਅਤੇ ਇਸਦਾ ਕੋਈ ਖਾਸ ਅਸਰ ਵੀ ਨਹੀਂ ਦਿਖਦਾ।
ਸ਼ਹਿਰ ਵਿੱਚ ਜਨਤਕ ਥਾਵਾਂ ਤੇ ਕੀਤੀ ਜਾਂਦੀ ਸਿਗਰਟਨੋਸ਼ੀ ਤੇ ਕਾਬੂ ਕਰਨ ਅਤੇ ਸ਼ਹਿਰ ਨੂੰ ਮੁਕੰਮਲ ਤੌਰ ਤੇ ਤੰਬਾਕੂ ਦੇ ਧੂਏਂ ਤੋਂ ਮੁਕਤ ਬਣਾਉਣ ਲਈ ਜਰੂਰੀ ਹੈ ਕਿ ਪ੍ਰਸ਼ਾਸ਼ਨ ਵਲੋਂ ਸ਼ਹਿਰ ਅਤੇ ਇਸਦੇ ਆਸ ਪਾਸ ਦੇ ਖੇਤਰ ਵਿੱਚ ਜਨਤਕ ਥਾਵਾਂ ਤੇ ਨਾਜਾਇਜ ਕਬਜੇ ਕਰਕੇ ਤੰਬਾਕੂਨੋਸ਼ੀ ਦਾ ਸਾਮਾਨ ਵੇਚਣ ਵਾਲੇ ਅਜਿਹੇ ਵਿਅਕਤੀਆਂ ਦੇ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾਵੇ ਅਤੇ ਕਾਨੂੰਨ ਦੀ ਉਲੰਘਣਾ ਕਰਕੇ ਕੀਤੀ ਜਾ ਰਹੀ ਇਸ ਕਾਰਵਾਈ ਤੇ ਸਖਤੀ ਨਾਲ ਰੋਕ ਲਗਾਈ ਜਾਵੇ। ਜਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਚਾਹੀਦਾ ਹੈ ਕਿ ਉਹ ਖੁਦ ਇਸ ਪਾਸੇ ਧਿਆਨ ਦੇਣ ਅਤੇ ਇਸ ਸੰਬੰਧੀ ਲੋੜੀਂਦੀ ਕਾਰਵਾਈ ਨੂੰ ਯਕੀਨੀ ਬਣਾਉਣ। ਇਸ ਸੰਬੰਧੀ ਸ਼ਹਿਰ ਵਿੱਚ ਵੱਡੇ ਪੱਧਰ ਤੇ ਹੁੰਦੀ ਤੰਬਾਕੂਨੋਸ਼ੀ ਦੇ ਸਾਮਾਨ ਦੀ ਅਣਅਧਿਕਾਰਤ ਵਿਕਰੀ ਅਤੇ ਰੋਕ ਲਗਾਉਣ ਲਈ ਸਮਰਥ ਅਧਿਕਾਰੀਆਂ ਦੀ ਜਿੰਮੇਵਾਰੀ ਤੈਅ ਕੀਤੀ ਜਾਣੀ ਚਾਹੀਦੀ ਹੈ ਅਤੇ ਇਸ ਤਰੀਕੇ ਨਾਲ ਹੁੰਦੀ ਤੰਬਾਕੂਨੋਸ਼ੀ ਦੇ ਸਾਮਾਨ ਦੀ ਵਿਕਰੀ ਤੇ ਸਖਤੀ ਨਾਲ ਰੋਕ ਲੱਗਣੀ ਚਾਹੀਦੀ ਹੈ ਤਾਂ ਜੋ ਇਸ ਸਸੱਸਿਆ ਨੂੰ ਹਲ ਕੀਤਾ ਜਾ ਸਕੇ।
Editorial
ਮਨਚਲੇ ਨੌਜਵਾਨਾਂ ਵਲੋਂ ਜਨਤਕ ਥਾਵਾਂ ਤੇ ਕੀਤੀ ਜਾਂਦੀ ਹੁੱਲੜਬਾਜੀ ਤੇ ਸਖਤੀ ਨਾਲ ਰੋਕ ਲੱਗੇ
ਸਰਦੀ ਦਾ ਅਸਰ ਵਧਣ ਲੱਗ ਗਿਆ ਹੈ ਅਤੇ ਇਸਦੇ ਨਾਲ ਹੀ ਦਿਨ ਵੀ ਛੋਟੇ ਹੋਣ ਲੱਗ ਗਏ ਹਨ। ਇਸ ਦੌਰਾਨ ਸ਼ਹਿਰ ਦੀਆਂ ਮਾਰਕੀਟਾਂ ਵਿੱਚ ਹੋਣ ਵਾਲਾ ਮਨਚਲੇ ਨੌਜਵਾਨਾਂ ਦਾ ਇਕੱਠ ਅਤੇ ਇਹਨਾਂ ਸ਼ੋਹਦਿਆਂ ਵਲੋਂ ਕੀਤੀ ਜਾਣ ਵਾਲੀ ਹੁਲੱੜਬਾਜੀ ਵੀ ਵੱਧ ਰਹੀ ਹੈ ਜਿਸ ਕਾਰਨ ਆਮ ਲੋਕਾਂ ਨੂੰ ਨਾ ਸਿਰਫ ਪਰੇਸ਼ਾਨੀ ਦਾ ਸਾਮ੍ਹਣਾ ਕਰਨਾ ਪੈਂਦਾ ਹੈ ਬਲਕਿ ਇਸ ਕਾਰਨ ਆਮ ਲੋਕ ਖੁਦ ਨੂੰ ਅਸੁਰਖਿਅਤ ਮਹਿਸੂਸ ਕਰਦੇ ਹਨ।
ਪਿਛਲੇ ਕੁੱਝ ਸਮੇਂ ਤੋਂ ਸ਼ਹਿਰ ਵਿੱਚ ਹੁੱਲੜਬਾਜੀ ਦੀਆਂ ਇਹਨਾਂ ਘਟਨਾਵਾਂ ਵਿੱਚ ਮੁੜ ਵਾਧਾ ਵੇਖਿਆ ਜਾ ਰਿਹਾ ਹੈ ਅਤੇ ਹੁੱਲੜਬਾਜਾਂ ਦੇ ਇਹ ਟੋਲੇ ਸ਼ਹਿਰ ਦੀਆਂਵੱਖ ਵੱਖ ਮਾਰਕੀਟਾਂ ਵਿੱਚ ਆਮ ਦਿਖਦੇ ਹਨ। ਇਸ ਦੌਰਾਨ ਫੇਜ਼ 3 ਬੀ ਦੀ ਮਾਰਕੀਟ (ਜਿਸਨੂੰ ਅਜਿਹੇ ਮਨਚਲਿਆਂ ਵਲੋਂ ਗੇੜੀ ਰੂਟ ਲਈ ਸਭਤੋਂ ਵੱਧ ਵਰਤਿਆ ਜਾਂਦਾ ਸੀ) ਵਿੱਚ ਪੁਲੀਸ ਵਲੋਂ ਕੀਤੀ ਗਈ ਸਖਤੀ ਕਾਰਨ ਉੱਥੇ ਵਾਹਨ ਚਾਲਕਾਂ ਦੀ ਹੁਲੱੜਬਾਜੀ ਕੱਝ ਹੱਦ ਤਕ ਘੱਟ ਜਰੂਰ ਹੋਈ ਹੈ ਪਰੰਤੂ ਰੇਹੜੀਆਂ ਫੜੀਆਂ ਤੇ ਇਹਨਾਂ ਹੁਲੱੜਬਾਜਾਂ ਦੀ ਭੀੜ ਪਹਿਲਾਂ ਵਾਂਗ ਹੀ ਦਿਖਦੀ ਹੈ। ਮਾਰਕੀਟਾਂ ਵਿੱਚ ਟਿਕਾਣੇ ਬਣਾ ਕੇ ਖੜ੍ਹਦੇ ਇਹਨਾਂ ਸ਼ੋਹਦਿਆਂ ਅਤੇ ਸ਼ਰਾਰਤੀ ਅਨਸਰਾਂ ਵਲੋਂ ਆਮ ਲੋਕਾਂ ਨੂੰ ਤੰਗ ਪਰੇਸ਼ਾਨ ਕੀਤੇ ਜਾਣ ਕਾਰਨ ਲੋਕ ਮਾਰਕੀਟਾਂ ਵਿੱਚ ਆਉਣ ਤੋਂ ਹੀ ਡਰਦੇ ਹਨ ਜਿਸ ਕਾਰਨ ਦੁਕਾਨਦਾਰਾਂ ਦਾ ਕੰਮ ਬੁਰੀ ਤਰ੍ਹਾਂ ਪ੍ਰਭਾਵਿਤ ਹੁੰਦਾ ਹੈ।
ਦਿਵਾਲੀ ਦਾ ਤਿਉਹਾਰ ਭਾਵੇਂ ਲੰਘ ਗਿਆ ਹੈ ਪਰੰਤੂ ਫਿਰ ਵੀ ਬਾਜਾਰਾਂ ਵਿੱਚ ਕਾਫੀ ਰੌਣਕ ਦਿਖਦੀ ਹੈ। ਅਤੇ ਬਾਜਾਰਾਂ ਵਿੱਚ ਭੀੜ ਭੜੱਕਾ ਵੀ ਹੁੰਦਾ ਰਿਹਾ ਹੈ। ਇਸ ਦੌਰਾਨ ਵੱਡੀ ਗਿਣਤੀ ਵਿੱਚ ਲੋਕ ਪਰਿਵਾਰ ਸਮੇਤ ਬਾਜਾਰਾਂ ਵਿੱਚ ਪਹੁੰਚਦੇ ਹਨ। ਪਰੰਤੂ ਮਾਰਕੀਟਾਂ ਵਿੱਚ ਖਰੀਦਦਾਰੀ ਕਰਨ ਲਈ ਆਉਣ ਵਾਲੇ ਇਹਨਾਂ ਲੋਕਾਂ ਨੂੰ ਉਸ ਵੇਲੇ ਕਾਫੀ ਜਿਆਦਾ ਨਮੋਸ਼ੀ ਸਹਿਣੀ ਪੈਂਦੀ ਹੈ ਜਦੋਂ ਉਹਨਾਂ ਦਾ ਸਾਮ੍ਹਣਾ ਜਨਤਕ ਥਾਵਾਂ ਤੇ ਇਕੱਠੇ ਹੋਣ ਵਾਲੇ ਹੁਲੱੜਬਾਜ ਕਿਸਮ ਦੇ ਨੌਜਵਾਨਾਂ ਨਾਲ ਹੁੰਦਾ ਹੈ। ਮਾਰਕੀਟਾਂ ਵਿੱਚ ਲੱਗਦੀਆਂ ਰੇਹੜੀਆਂ ਫੜੀਆਂ ਦੇ ਆਸਪਾਸ ਅਜਿਹੇ ਵਿਹਲੜ ਨੌਜਵਾਨਾਂ ਦੀਆਂ ਮੰਡਲੀਆਂ ਆਮ ਨਜਰ ਆਉਂਦੀਆਂ ਹਨ ਜਿਹੜੇ ਆਉਣ ਜਾਣ ਵਾਲੇ ਲੋਕਾਂ ਨੂੰ ਟਿੱਚਰਾਂ ਤਕ ਕਰਦੇ ਹਨ।
ਸ਼ਹਿਰ ਦੀਆਂ ਮਾਰਕੀਟਾਂ ਅਤੇ ਜਨਤਕ ਥਾਵਾਂ ਤੇ ਦੇਰ ਰਾਤ ਤਕ ਡੇਰਾ ਜਮਾਉਣ ਵਾਲੇ ਇਹ ਹੁਲੱੜਬਾਜ ਕਈ ਵਾਰ ਖੁੱਲੀ ਥਾਂ ਤੇ ਸ਼ਰਾਬ ਪੀਂਦੇ ਵੀ ਨਜਰ ਆ ਜਾਂਦੇ ਹਨ ਅਤੇ ਇਹਨਾਂ ਕਾਰਨ ਸ਼ਹਿਰ ਦਾ ਸ਼ਾਂਤ ਮਾਹੌਲ ਵੀ ਪ੍ਰਭਾਵਿਤ ਹੁੰਦਾ ਹੈ। ਇਹਨਾਂ ਸ਼ੋਹਦਿਆਂ (ਜਿਹਨਾਂ ਵਿੱਚ ਜਿਆਦਾਤਰ ਵੱਡੇ ਘਰਾਂ ਦੇ ਕਾਕੇ ਹੁੰਦੇ ਹਨ) ਵਲੋਂ ਗਲੀ ਮੁਹੱਲਿਆਂ ਵਿੱਚ ਖੁੱਲੀਆਂ ਜੀਪਾਂ ਅਤੇ ਮੋਟਰਸਾਈਕਲਾਂ ਤੇ ਗੇੜੀਆਂ ਕੱਢਣ ਅਤੇ ਲੋਕਾਂ ਨਾਲ ਦੁਰਵਿਵਹਾਰ ਅਤੇ ਲੜਾਈ ਝਗੜੇ ਦੀਆਂ ਕਾਰਵਾਈਆਂ ਵੀ ਆਮ ਹਨ। ਆਪਣੀਆਂ ਕਾਰਵਾਈਆਂ ਨਾਲ ਸ਼ਹਿਰ ਦਾ ਮਾਹੌਲ ਖਰਾਬ ਕਰਨ ਵਾਲੇ ਇਹਨਾਂ ਹੁੱਲੜਬਾਜਾਂ ਦਾ ਮੁੱਖ ਨਿਸ਼ਾਨਾ ਅਕਸਰ ਨੌਜਵਾਨ ਕੁੜੀਆਂ ਹੁੰਦੀਆਂ ਹਨ ਜਿਹਨਾਂ ਉੱਪਰ ਆਪਣਾ ਫਿਜੂਲ ਦਾ ਰੌਹਬ ਜਮਾਉਣ ਲਈ ਇਹ ਗੁੰਡਾ ਅਨਸਰ ਇਹ ਸਾਬਿਤ ਕਰਨ ਦੀ ਪੂਰੀ ਕੋਸ਼ਿਸ਼ ਕਰਦੇ ਹਨ ਕਿ ਨਾ ਤਾਂ ਉਹਨਾਂ ਨੂੰ ਕਿਸੇ ਦੀ ਕੋਈ ਪਰਵਾਹ ਹੈ ਅਤੇ ਨਾ ਹੀ ਕੋਈ ਉਹਨਾਂ ਦਾ ਕੋਈ ਕੁੱਝ ਵਿਗਾੜ ਹੀ ਸਕਦਾ ਹੈ। ਇਹ ਹੁਲੱੜਬਾਜ ਜਦੋਂ ਖੁੱਲੀਆਂ ਗੱਡੀਆਂ ਵਿੱਚ ਬਹੁਤ ਤੇਜ ਆਵਾਜ ਵਿੱਚ ਸੰਗੀਤ ਵਜਾਉਂਦੇ ਹੋਏ ਨਿਕਲਦੇ ਹਨ ਤਾਂ ਇਸ ਕਾਰਨ ਆਸਪਾਸ ਦਾ ਮਾਹੌਲ ਬਹੁਤ ਬੁਰੀ ਤਰ੍ਹਾਂ ਪ੍ਰਭਾਵਿਤ ਹੁੰਦਾ ਹੈ।
ਇਸ ਸੰਬੰਧੀ ਭਾਵੇਂ ਪੁਲੀਸ ਵਲੋਂ ਸਮੇਂ ਸਮੇਂ ਤੇ ਨਾਕੇਬੰਦੀ ਕਰਕੇ ਅਜਿਹੇ ਨੌਜਵਾਨਾਂ ਦੇ ਖਿਲਾਫ ਮੁਹਿੰਮ ਚਲਾਈ ਜਾਂਦੀ ਹੈ ਜਿਸਦਾ ਅਸਰ ਵੀ ਨਜਰ ਆਉਂਦਾ ਹੈ ਅਤੇ ਪੁਲੀਸ ਦੀ ਕਾਰਵਾਈ ਤੋਂ ਡਰਦੇ ਇਹ ਹੁੱਲੜਬਾਜ (ਥੋੜ੍ਹੇ ਸਮੇਂ ਲਈ) ਗਾਇਬ ਵੀ ਹੋ ਜਾਂਦੇ ਹਨ ਪਰੰਤੂ ਪੁਲੀਸ ਦੀ ਕਾਰਵਾਈ ਦੇ ਰੁਕਦਿਆਂ ਹੀ ਇਹ ਵਾਪਸ ਪਰਤ ਆਉਂਦੇ ਹਨ। ਇਸ ਸਮੱਸਿਆ ਦੇ ਹਲ ਲਈ ਜਰੂਰੀ ਹੈ ਕਿ ਪ੍ਰਸ਼ਾਸ਼ਨ ਵਲੋਂ ਸ਼ਹਿਰ ਦਾ ਮਾਹੌਲ ਖਰਾਬ ਕਰਨ ਵਾਲੇ ਇਹਨਾਂ ਗੁੰਡਾ ਅਨਸਰਾਂ ਦੇ ਖਿਲਾਫ ਲਗਾਤਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ ਅਤੇ ਇਸ ਵਾਸਤੇ ਮਾਰਕੀਟਾਂ ਵਿੱਚ ਵਿਸ਼ੇਸ਼ ਤੌਕ ਤੇ ਪੁਲੀਸ ਫੋਰਸ ਦੀ ਤੈਨਾਤੀ ਕੀਤੀ ਜਾਵੇ ਜਿਸ ਵਲੋਂ ਸ਼ਹਿਰ ਵਾਸੀਆਂ ਦੇ ਦਿਲੋ ਦਿਮਾਗ ਤੇ ਦਹਿਸ਼ਤ ਫੈਲਾਉਣ ਦੀ ਕੋਸ਼ਿਸ਼ ਕਰਨ ਵਾਲੇ ਅਜਿਹੇ ਅਨਸਰਾਂ ਦੇ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਜਿਲ੍ਹੇ ਦੇ ਐਸ ਐਸ ਪੀ ਨੂੰ ਚਾਹੀਦਾ ਹੈ ਕਿ ਉਹ ਖੁਦ ਇਸ ਪਾਸੇ ਧਿਆਨ ਦੇਣ ਅਤੇ ਲਗਾਤਾਰ ਵਾਪਰਦੀਆਂ ਗੁੰਡਾਗਰਦੀ ਦੀਆਂ ਅਜਿਹੀਆਂ ਘਟਨਾਵਾਂ ਤੇ ਕਾਬੂ ਕਰਨ ਲਈ ਯੋਜਨਾਬੱਧ ਢੰਗ ਨਾਲ ਕਾਰਵਾਈ ਨੂੰ ਯਕੀਨੀ ਬਣਾਉਣ ਤਾਂ ਜੋ ਸ਼ਹਿਰ ਵਾਸੀਆਂ ਵਿੱਚ ਵੱਧ ਰਹੀ ਅਸੁਰਖਿਆ ਦੀ ਭਾਵਨਾ ਨੂੰ ਕਾਬੂ ਕਰਕੇ ਉਹਨਾਂ ਦਾ ਪ੍ਰਸ਼ਾਸ਼ਨ ਵਿੱਚ ਭਰੋਸਾ ਬਹਾਲ ਰੱਖਿਆ ਜਾ ਸਕੇ।
Editorial
ਕਦੋਂ ਲੱਗੇਗੀ ਸੜਕ ਹਾਦਸਿਆਂ ਦੀ ਰਫ਼ਤਾਰ ਨੂੰ ਬਰੇਕ?
ਪੰਜਾਬ ਵਿੱਚ ਇਸ ਸਮੇਂ ਧੁਆਂਖੀ ਧੁੰਦ ਛਾਉਣ ਲੱਗ ਗਈ ਹੈ, ਜਿਸ ਕਰਕੇ ਦਿਨ ਵੇਲੇ ਵੀ ਵਾਹਨਾਂ ਨੂੰ ਲਾਈਟਾਂ ਜਗਾ ਕੇ ਚਲਾਉਣਾ ਪੈ ਰਿਹਾ ਹੈ। ਅਜਿਹੇ ਮੌਸਮ ਵਿੱਚ ਰਾਤ ਸਮੇਂ ਵਾਹਨ ਚਲਾਉਣਾ ਹੋਰ ਵੀ ਮੁਸ਼ਕਿਲ ਹੋ ਜਾਂਦਾ ਹੈ ਅਤੇ ਇਸ ਕਾਰਨ ਸੜਕ ਹਾਦਸਿਆਂ ਦਾ ਖਤਰਾ ਵੀ ਵੱਧ ਗਿਆ ਹੈ।
ਪੰਜਾਬ ਵਿੱਚ ਜਿਵੇਂ ਜਿਵੇਂ ਵਾਹਨਾਂ ਦੀ ਗਿਣਤੀ ਵੱਧਦੀ ਜਾ ਰਹੀ ਹੈ, ਉਸੇ ਹਿਸਾਬ ਨਾਲ ਸੜਕ ਹਾਦਸਿਆਂ ਦੀ ਗਿਣਤੀ ਵਿੱਚ ਵੀ ਵਾਧਾ ਹੋ ਰਿਹਾ ਹੈ। ਹਾਲਾਂਕਿ ਪਿਛਲੇ ਦਹਾਕਿਆਂ ਦੌਰਾਨ ਪੰਜਾਬ ਵਿੱਚ ਅਨੇਕਾਂ ਨਵੀਆਂ ਸੜਕਾਂ ਬਣੀਆਂ ਹਨ ਅਤੇ ਦੋ ਮਾਰਗੀ ਸੜਕਾਂ ਨੂੰ ਚਾਰ ਮਾਰਗੀ ਸੜਕਾਂ ਵਿੱਚ ਵੀ ਬਦਲਿਆ ਜਾ ਚੁੱਕਿਆ ਹੈ। ਇਸ ਤੋਂ ਇਲਾਵਾ ਪੰਜਾਬ ਵਿੱਚੋਂ ਨਿਕਲਦੇ ਨੈਸ਼ਨਲ ਹਾਈਵੇ ਵੀ ਚੰਗੀ ਹਾਲਤ ਵਿੱਚ ਹਨ। ਪਰੰਤੂ ਇਸ ਦੇ ਬਾਵਜੂਦ ਸੜਕ ਹਾਦਸਿਆਂ ਦੀ ਰਫਤਾਰ ਨੂੰ ਅਜੇ ਤਕ ਬਰੇਕਾਂ ਨਹੀਂ ਲੱਗ ਸਕੀਆਂ ਹਨ।
ਸਿਰਫ਼ ਪੰਜਾਬ ਹੀ ਨਹੀਂ ਬਲਕਿ ਦੇਸ਼ ਭਰ ਵਿੱਚ ਵੀ ਸੜਕ ਹਾਦਸਿਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ, ਜਿਹਨਾਂ ਦੇ ਵੱਖ ਵੱਖ ਕਾਰਨ ਹੁੰਦੇ ਹਨ। ਵਿਸ਼ਵ ਸਿਹਤ ਸੰਗਠਨ ਨੇ ਪਿਛਲੇ ਸਾਲ ਗਲੋਬਲ ਰੋਡ ਸੇਫਟੀ ਵੀਕ ਦੌਰਾਨ ਇੱਕ ਰਿਪੋਰਟ ਪੇਸ਼ ਕੀਤੀ ਸੀ, ਜਿਸ ਅਨੁਸਾਰ ਵਿਸ਼ਵ ਪੱਧਰ ਤੇ ਹਰ ਸਾਲ ਸੜਕ ਹਾਦਸਿਆਂ ਵਿੱਚ 1.35 ਮਿਲੀਅਨ ਤੋਂ ਵੱਧ ਮੌਤਾਂ ਹੁੰਦੀਆਂ ਹਨ ਅਤੇ 50 ਮਿਲੀਅਨ ਤੋਂ ਵੱਧ ਲੋਕਾਂ ਨੂੰ ਗੰਭੀਰ ਸੱਟਾਂ ਲੱਗਦੀਆਂ ਹਨ।
ਰਿਪੋਰਟ ਮੁਤਾਬਕ ਦੁਨੀਆ ਵਿੱਚ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਕੁੱਲ ਮੌਤਾਂ ਦਾ 11 ਫੀਸਦੀ ਹਿੱਸਾ ਭਾਰਤ ਦਾ ਹੈ। ਸੜਕ ਹਾਦਸਿਆਂ ਕਾਰਨ ਭਾਰਤ ਨੂੰ ਹੋਏ ਨੁਕਸਾਨ ਦੇ ਵਿਸ਼ਵ ਬੈਂਕ ਦੇ ਮੁਲਾਂਕਣ ਦੇ ਅਨੁਸਾਰ, 18-45 ਸਾਲ ਦੀ ਉਮਰ ਦੇ ਲੋਕਾਂ ਵਿੱਚ ਸੜਕ ਹਾਦਸਿਆਂ ਕਾਰਨ ਮੌਤ ਦਰ ਸਭ ਤੋਂ ਵੱਧ 69 ਪ੍ਰਤੀਸ਼ਤ ਹੈ। ਇਸ ਤੋਂ ਇਲਾਵਾ, 54 ਪ੍ਰਤੀਸ਼ਤ ਮੌਤਾਂ ਅਤੇ ਗੰਭੀਰ ਸੱਟਾਂ ਦੇ ਮਾਮਲੇ ਮੁੱਖ ਤੌਰ ਤੇ ਕਮਜ਼ੋਰ ਵਰਗਾਂ ਜਿਵੇਂ ਕਿ ਪੈਦਲ ਚੱਲਣ ਵਾਲੇ, ਸਾਇਕਲ ਸਵਾਰਾਂ ਅਤੇ ਦੋਪਹੀਆ ਵਾਹਨ ਸਵਾਰਾਂ ਆਦਿ ਵਿੱਚ ਦੇਖੇ ਜਾਂਦੇ ਹਨ। ਭਾਰਤ ਵਿੱਚ 5-29 ਸਾਲ ਦੀ ਉਮਰ ਦੇ ਬੱਚਿਆਂ ਅਤੇ ਬਾਲਗਾਂ ਵਿੱਚ ਮੌਤ ਦਾ ਮੁੱਖ ਕਾਰਨ ਸੜਕ ਹਾਦਸੇ ਹਨ।
ਵਿਸ਼ਵ ਸੜਕ ਅੰਕੜਿਆਂ ਦੇ ਅਨੁਸਾਰ, 2018 ਵਿੱਚ ਸੜਕ ਹਾਦਸਿਆਂ ਵਿੱਚ ਹੋਈਆਂ ਮੌਤਾਂ ਦੀ ਗਿਣਤੀ ਵਿੱਚ ਭਾਰਤ ਦੁਨੀਆ ਵਿੱਚ ਪਹਿਲੇ ਸਥਾਨ ਤੇ ਹੈ। ਇਸ ਤੋਂ ਬਾਅਦ ਚੀਨ ਅਤੇ ਅਮਰੀਕਾ ਦਾ ਨੰਬਰ ਆਉਂਦਾ ਹੈ। ਸੜਕ ਹਾਦਸੇ ਆਮ ਤੌਰ ਤੇ ਤੇਜ਼ ਰਫਤਾਰ ਅਤੇ ਗਲਤ ਪਾਸੇ ਤੋਂ ਵਾਹਨ ਚਲਾਉਣ ਕਾਰਨ ਵਾਪਰਦੇ ਹਨ। ਇਸ ਸਮੇਂ ਧੁਆਂਖੀ ਧੁੰਦ ਕਾਰਨ ਪਹਿਲਾਂ ਹੀ ਸੜਕਾਂ ਤੇ ਦੂਰ ਤਕ ਦੇਖਣਾ ਮੁਸ਼ਕਿਲ ਹੋ ਜਾਂਦਾ ਹੈ, ਅਜਿਹੇ ਮੌਸਮ ਵਿੱਚ ਅਚਾਨਕ ਹੀ ਕੋਈ ਵਾਹਨ ਉਲਟੀ ਦਿਸ਼ਾ ਵਿਚੋਂ ਆ ਜਾਵੇ ਜਾਂ ਲਿੰਕ ਰੋਡ ਜਾਂ ਕੱਚੇ ਰਸਤੇ ਤੋਂ ਅਚਾਨਕ ਹੀ ਮੁੱਖ ਸੜਕ ਤੇ ਚੜ ਆਵੇ ਤਾਂ ਮੁੱਖ ਸੜਕ ਤੇ ਤੇਜ਼ ਰਫਤਾਰ ਨਾਲ ਜਾ ਰਹੇ ਵਾਹਨਾਂ ਨਾਲ ਉਸਦੀ ਟੱਕਰ ਹੋਣ ਦਾ ਖਤਰਾ ਬਣ ਜਾਂਦਾ ਹੈ। ਖਰਾਬ ਮੌਸਮ ਕਾਰਨ ਭਾਵੇਂ ਵਾਹਨਾਂ ਦੀ ਰਫਤਾਰ ਮੱਠੀ ਹੁੰਦੀ ਹੈ ਪਰ ਡਿਊਟੀ ਅਤੇ ਹੋਰ ਕੰਮ ਧੰਦਿਆਂ ਨੂੰ ਜਾਣ ਵਾਲੇ ਲੋਕਾਂ ਨੇ ਸਮੇਂ ਸਿਰ ਆਪਣੀ ਮੰਜਿਲਾ ਤੇ ਪਹੁੰਚਣਾ ਹੁੰਦਾ ਹੈ। ਇਸ ਤੋਂ ਇਲਾਵਾ ਕੁਝ ਲੋਕ ਤੇਜ ਰਫਤਾਰ ਵਾਹਨ ਚਲਾਉਣ ਨੂੰ ਆਪਣੀ ਸ਼ਾਨ ਸਮਝਦੇ ਹਨ। ਉਂਝ ਵੀ ਨੈਸ਼ਨਲ ਹਾਈਵੇ ਅਤੇ ਮੁੱਖ ਸੜਕਾਂ ਤੇ ਵਾਹਨ ਤੇਜ਼ ਰਫਤਾਰ ਵਿੱਚ ਹੀ ਚੱਲਦੇ ਹਨ। ਇਸ ਕਰਕੇ ਕੱਚੇ ਰਸਤਿਆਂ, ਲਿੰਕ ਰੋਡਾਂ ਅਤੇ ਨਾਜਾਇਜ਼ ਕੱਟਾਂ ਤੋਂ ਮੁੱਖ ਸੜਕਾਂ ਤੇ ਆਉਣ ਵਾਲੇ ਵਾਹਨਾਂ ਦੇ ਚਾਲਕਾਂ ਨੂੰ ਵਿਸ਼ੇਸ਼ ਸਾਵਧਾਨੀ ਵਰਤਣ ਦੀ ਲੋੜ ਹੁੰਦੀ ਹੈ।
ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਦੀ ‘ਰੋਡ ਐਕਸੀਡੈਂਟਸ ਇਨ ਇੰਡੀਆ’ ਸਿਰਲੇਖ ਵਾਲੀ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਸਾਲ 2022 ਵਿੱਚ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਵਿੱਚੋਂ ਲਗਭਗ 68 ਫ਼ੀਸਦੀ ਮੌਤਾਂ ਪੇਂਡੂ ਖੇਤਰਾਂ ਵਿੱਚ ਹੋਈਆਂ, ਜਦੋਂ ਕਿ ਕੁੱਲ ਹਾਦਸਿਆਂ ਵਿੱਚ ਸ਼ਹਿਰੀ ਖੇਤਰਾਂ ਦਾ ਯੋਗਦਾਨ 32 ਫ਼ੀਸਦੀ ਸੀ। ਹਾਦਸਿਆਂ ਅਤੇ ਮੌਤਾਂ ਦੋਵਾਂ ਵਿੱਚ ਦੋਪਹੀਆ ਵਾਹਨਾਂ ਦਾ ਸਭ ਤੋਂ ਵੱਧ ਹਿੱਸਾ ਸੀ। ਅਕਸਰ ਵੇਖਣ ਵਿੱਚ ਆਇਆ ਹੈ ਕਿ ਦੋ ਪਹੀਆ ਵਾਹਨ ਚਾਲਕ ਤੇਜ ਰਫਤਾਰ ਨਾਲ ਵਾਹਨ ਚਲਾਉਂਦੇ ਹਨ। ਇਸ ਤੋਂ ਇਲਾਵਾ ਸਕੂੁਲੀ ਬੱਚੇ ਵੀ ਦੋ ਪਹੀਆ ਤੇ ਚਾਰ ਪਹੀਆ ਵਾਹਨਾਂ ਨੂੰ ਬਹੁਤ ਤੇਜ ਰਫਤਾਰ ਨਾਲ ਚਲਾਉਂਦੇ ਹਨ ਅਤੇ ਵਾਹਨਾਂ ਨਾਲ ਸੜਕਾਂ ਤੇ ਕਰਤੱਬ ਦਿਖਾਉਂਦੇ ਹਨ। ਇਸ ਕਾਰਨ ਵੀ ਅਕਸਰ ਹਾਦਸੇ ਵਾਪਰ ਜਾਂਦੇ ਹਨ।
ਸੜਕ ਹਾਦਸੇ ਰੋਕਣ ਲਈ ਵਾਹਨ ਚਾਲਕਾਂ ਨੂੰ ਵਿਸ਼ੇਸ਼ ਸਾਵਧਾਨੀ ਨਾਲ ਵਾਹਨ ਚਲਾਉਣ ਦੀ ਲੋੜ ਹੈ। ਇਸ ਤੋਂ ਇਲਾਵਾ ਵਾਹਨਾਂ ਦੀ ਤੇਜ ਰਫਤਾਰ ਵੀ ਸੀਮਿਤ ਕੀਤੀ ਜਾਣੀ ਚਾਹੀਦੀ ਹੈ। ਸੜਕਾਂ ਚੌੜੀਆਂ ਕਰਨ ਸਮੇਂ ਸੜਕ ਹਾਦਸੇ ਰੋਕਣ ਲਈ ਵੀ ਵਿਸ਼ੇਸ਼ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ।
ਬਿਊਰੋ
Editorial
ਜ਼ਿਮਨੀ ਚੋਣਾਂ ਦੌਰਾਨ ਸੂਬੇ ਦੀਆਂ ਚਾਰੇ ਸੀਟਾਂ ਤੇ ਹੋ ਰਹੇ ਹਨ ਸਖ਼ਤ ਮੁਕਾਬਲੇ
ਪੰਜਾਬ ਵਿੱਚ ਚਾਰ ਵਿਧਾਨ ਸਭਾ ਹਲਕਿਆਂ ਗਿੱਦੜਬਾਹਾ, ਬਰਨਾਲਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਵਿੱਚ ਜ਼ਿਮਨੀ ਚੋਣਾਂ ਲਈ ਚੋਣ ਮੈਦਾਨ ਪੂਰੀ ਤਰ੍ਹਾਂ ਭਖਿਆ ਹੋਇਆ ਹੈ ਅਤੇ ਚੋਣ ਲੜ ਰਹੀਆਂ ਸਾਰੀਆਂ ਧਿਰਾਂ ਆਪੋ ਆਪਣੀ ਜਿੱਤ ਲਈ ਪੱਬਾਂ ਭਾਰ ਹਨ। ਅਕਾਲੀ ਦਲ ਬਾਦਲ ਇਹਨਾਂ ਚੋਣਾਂ ਵਿੱਚ ਹਿੱਸਾ ਨਹੀਂ ਲੈ ਰਿਹਾ ਹੈ ਅਤੇ ਇਸ ਸਮੇਂ ਇਹਨਾਂ ਚੋਣਾਂ ਵਿੱਚ ਮੁੱਖ ਮੁਕਾਬਲਾ ਕਾਂਗਰਸ, ਭਾਜਪਾ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਵਿਚਾਲੇ ਹੈ। ਤਿੰਨੇ ਪਾਰਟੀਆਂ ਦੇ ਆਗੂ ਆਪੋ ਆਪਣੀ ਜਿੱਤ ਦੇ ਦਾਅਵੇ ਵੀ ਕਰ ਰਹੇ ਹਨ।
ਦਿਲਚਸਪ ਗੱਲ ਇਹ ਹੈ ਕਿ ਇਹਨਾਂ ਚੋਣਾਂ ਵਿੱਚ ਅਕਾਲੀ ਦਲ ਬਾਦਲ ਵੱਲੋਂ ਹਿੱਸਾ ਨਾ ਲੈਣ ਦੇ ਬਾਵਜੂਦ ਚਾਰੇ ਸੀਟਾਂ ਤੇ ਸਖ਼ਤ ਮੁਕਾਬਲਾ ਵੇਖਣ ਨੂੰ ਮਿਲ ਰਿਹਾ ਹੈ ਅਤੇ ਚੋਣ ਲੜ ਰਹੀਆਂ ਪਾਰਟੀਆਂ ਵਿੱਚ ਸਿਰ ਧੜ ਦੀ ਬਾਜੀ ਲੱਗ ਗਈ ਹੈ।
ਸਿਆਸੀ ਪਾਰਟੀਆਂ ਨੇ ਇਹਨਾਂ ਚੋਣਾਂ ਨੂੰ ਆਪਣੇ ਵਕਾਰ ਦਾ ਸਵਾਲ ਬਣਾ ਲਿਆ ਹੈ ਅਤੇ ਇਹ ਚਾਰੇ ਹਲਕੇ ਚੋਣ ਰੰਗ ਵਿੱਚ ਪੂਰੀ ਤਰ੍ਹਾਂ ਰੰਗੇ ਗਏ ਹਨ। ਇਹਨਾਂ ਹਲਕਿਆਂ ਵਿੱਚ ਹਰ ਪਾਸੇ ਚੋਣਾਂ ਦੀ ਹੀ ਚਰਚਾ ਹੋ ਰਹੀ ਹੈ। ਇਹਨਾਂ ਹਲਕਿਆਂ ਦੇ ਵੋਟਰਾਂ ਨਾਲ ਗੱਲਬਾਤ ਕਰਨ ਤੇ ਉਹ ਕਹਿੰਦੇ ਹਨ ਕਿ ਉਹ ਆਪਣੀ ਪਸੰਦ ਦੇ ਉਮੀਦਵਾਰ ਨੂੰ ਵੋਟਾਂ ਪਾਉਣਗੇ। ਇਸ ਤੋਂ ਇਲਾਵਾ ਸਿਆਸੀ ਪਾਰਟੀਆਂ ਦੇ ਵਰਕਰ ਤੇ ਸਮਰਥਕ ਆਪੋ ਆਪਣੀ ਪਾਰਟੀ ਦੇ ਉਮੀਦਵਾਰ ਨੂੰ ਹੀ ਵੋਟਾਂ ਪਾਉਣ ਦੀ ਗੱਲ ਕਹਿੰਦੇ ਹਨ।
ਆਮ ਆਦਮੀ ਪਾਰਟੀ ਪੰਜਾਬ ਵਾਸੀਆਂ ਨੂੰ ਆਪਣੀ ਸਰਕਾਰ ਵੱਲੋਂ ਦਿਤੀ ਮੁਫਤ ਬਿਜਲੀ ਅਤੇ ਹੋਰ ਸਹੂਲਤਾਂ ਦੇ ਆਧਾਰ ਤੇ ਵੋਟਾਂ ਮੰਗ ਰਹੀ ਹੈ, ਜਦੋਂਕਿ ਦੂਜੀਆਂ ਸਿਆਸੀ ਪਾਰਟੀਆਂ ਹਰ ਮੋਰਚੇ ਤੇ ਸਰਕਾਰ ਨੂੰ ਘੇਰ ਰਹੀਆਂ ਹਨ। ਇਹਨਾਂ ਚੋਣਾਂ ਦੌਰਾਨ ਇਹ ਗੱਲ ਵੀ ਵੇਖਣ ਵਿੱਚ ਆਈ ਕਿ ਕਿਸੇ ਵੀ ਸਿਆਸੀ ਪਾਰਟੀ ਕੋਲ ਪੰਜਾਬ ਦੇ ਮੁੱਖ ਮਸਲਿਆਂ ਨੂੰ ਹੱਲ ਕਰਨ ਲਈ ਕੋਈ ਠੋਸ ਉਪਾਅ ਜਾਂ ਪ੍ਰੋਗਰਾਮ ਨਹੀਂ ਹੈ ਬਲਕਿ ਸਾਰੀਆਂ ਸਿਆਸੀ ਪਾਰਟੀਆਂ ਦਾ ਇੱਕੋ ਇੱਕ ਮਕਸਦ ਚੋਣਾਂ ਜਿੱਤਣਾ ਹੀ ਹੈ।
ਇਸ ਸਮੇਂ ਪੰਜਾਬ ਵਿੱਚ ਧੁਆਂਖੀ ਧੁੰਦ ਛਾਈ ਹੋਈ ਹੈ, ਇਸ ਦੇ ਬਾਵਜੂਦ ਜ਼ਿਮਨੀ ਚੋਣਾਂ ਲੜ ਰਹੀਆਂ ਸਿਆਸੀ ਪਾਰਟੀਆਂ ਵਿਚੋਂ ਕਿਸੇ ਨੇ ਵੀ ਵਾਤਾਵਰਣ ਨੂੰ ਚੋਣ ਮੁੱਦਾ ਨਹੀਂ ਬਣਾਇਆ, ਜਿਸ ਤੋਂ ਪਤਾ ਚਲ ਜਾਂਦਾ ਹੈ ਕਿ ਇਹ ਸਿਆਸੀ ਪਾਰਟੀਆਂ ਪੰਜਾਬ ਦੇ ਵਾਤਾਵਰਣ ਨੂੰ ਬਚਾਉਣ ਲਈ ਕਿੰਨੀਆਂ ਕੁ ਫਿਕਰਮੰਦ ਹਨ। ਸਾਰੇ ਸਿਆਸੀ ਆਗੂਆਂ ਦਾ ਜੋਰ ਆਪਣੀ ਪਾਰਟੀ ਦੇ ਉਮੀਦਵਾਰਾਂ ਤੇ ਪਾਰਟੀ ਦੇ ਗੁਣ ਗਾਉਣ ਅਤੇ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਦੀਆਂ ਨਿਖੇਧੀ ਕਰਨ ਤੇ ਲੱਗ ਰਿਹਾ ਹੈ।
ਜਿਵੇਂ ਜਿਵੇਂ ਵੋਟਾਂ ਪੈਣ ਦਾ ਦਿਨ ਨੇੜੇ ਆਵੇਗਾ ਚੋਣ ਸਥਿਤੀ ਹੋਰ ਸਪਸ਼ਟ ਹੁੰਦੀ ਜਾਵੇਗੀ। ਇਸ ਸਮੇਂ ਤਾਂ ਜ਼ਿਮਨੀ ਚੋਣਾਂ ਵਾਲੇ ਚਾਰੇ ਵਿਧਾਨ ਸਭਾ ਹਲਕਿਆਂ ਵਿੱਚ ਸਖ਼ਤ ਮੁਕਾਬਲੇ ਹੁੰਦੇ ਦਿਖਾਈ ਦੇ ਰਹੇ ਹਨ।
ਬਿਊਰੋ
-
Mohali2 months ago
ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਗੜਣ ਤੇ ਫੋਰਟਿਸ ਹਸਪਤਾਲ ਵਿੱਚ ਕਰਵਾਇਆ ਭਰਤੀ
-
Mohali2 months ago
2 ਤੋਂ 12 ਅਕਤੂਬਰ ਤਕ ਹੋਵੇਗਾ ਰਾਮਲੀਲਾ ਦਾ ਆਯੋਜਨ
-
National2 months ago
3 ਮਹੀਨੇ ਪਹਿਲਾਂ ਕਤਲ ਕੀਤੇ ਭਾਜਪਾ ਨੇਤਾ ਦੀ ਪਤਨੀ ਵੱਲੋਂ ਖ਼ੁਦਕੁਸ਼ੀ
-
Horscope2 months ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
-
Editorial2 months ago
ਪੰਚਾਇਤੀ ਚੋਣਾਂ ਸਬੰਧੀ ਖੁੰਢ ਚਰਚਾ ਸ਼ੁਰੂ
-
International2 months ago
ਕੈਨੇਡਾ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਛੇੜ-ਛਾੜ
-
Mohali2 months ago
ਇਪਟਾ ਦੀ ਭਵਿੱਖ ਦੀਆਂ ਸਰਗਰਮੀਆ ਉਲੀਕਣ ਵਾਸਤੇ 28-29 ਸਤੰਬਰ ਨੂੰ ਕਟਕ ਵਿਖੇ ਹੋਵੇਗੀ ਨੈਸ਼ਨਲ ਕਮੇਟੀ ਦੀ ਮੀਟਿੰਗ
-
International1 month ago
ਪਾਕਿਸਤਾਨ ਦੇ ਕਰਾਚੀ ਹਵਾਈ ਅੱਡੇ ਨੇੜੇ ਧਮਾਕਾ, 3 ਵਿਅਕਤੀਆਂ ਦੀ ਮੌਤ