Connect with us

Editorial

ਆਸਟ੍ਰੇਲੀਆ ਦਾ ਮੂੰਹ ਮੱਥਾ ਸਵਾਰਨ ਵਿੱਚ ਪੰਜਾਬੀਆਂ ਨੇ ਵੀ ਦਿੱਤਾ ਵੱਡਾ ਯੋਗਦਾਨ

Published

on

 

 

ਮਿਹਨਤਕਸ਼ ਪੰਜਾਬੀ ਸਿੱਖਾਂ ਨੇ ਦੁਨੀਆਂ ਦੇ ਅਨੇਕਾਂ ਹੋਰ ਦੇਸ਼ਾਂ ਤੋਂ ਇਲਾਵਾ ਆਸਟ੍ਰੇਲੀਆ ਵਿੱਚ ਵੀ ਖਾਲੀ ਹੱਥ ਪਹੁੰਚ ਕੇ ਦੁਨੀਆਂ ਦੀਆਂ ਹੋਰ ਬਾਕੀ ਕੌਮਾਂ ਨੂੰ ਆਪਣੀ ਸਖਤ ਮਿਹਨਤ ਜਰੀਏ ਹੈਰਾਨ ਕੀਤਾ ਹੈ। 18ਵੀਂ ਅਤੇ 19ਵੀਂ ਸਦੀ ਵਿੱਚ ਗਰੀਬੀ ਦੀ ਮਾਰ ਨਾ ਸਹਿੰਦੇ ਹੋਏ ਪੰਜਾਬੀ, ਸਮੁੰਦਰੀ ਕਿਸ਼ਤੀਆਂ ਅਤੇ ਜਹਾਜਾਂ ਤੇ ਚੜ੍ਹਕੇ ਸੰਸਾਰ ਦੇ ਹੋਰ ਦੇਸ਼ਾਂ ਦੀ ਤਰ੍ਹਾਂ ਆਸਟ੍ਰੇਲੀਆ ਵਿਚ ਵੀ ਆਣ ਪਹੁੰਚੇ ਸਨ। ਉਦੋਂ ਪੇਂਡੂ ਬੋਲੀ ਵਿੱਚ ਇਸ ਦੇਸ਼ ਨੂੰ ਸਾਡੇ ਲੋਕੀਂ ਤੇਲੀਆ ਕਹਿੰਦੇ ਸਨ।

ਉਸ ਵੇਲੇ ਜਦੋਂ ਬ੍ਰਿਟਿਸ਼ ਸਰਕਾਰ ਦਾ ਰਾਜ ਸਾਰੀ ਦੁਨੀਆਂ ਵਿੱਚ ਫੈਲ ਰਿਹਾ ਸੀ। ਬ੍ਰਿਟਿਸ਼ ਸਰਕਾਰ ਨੇ ਕੈਪਟਨ ਕੁੱਕਨਾ ਦੇ ਕਪਤਾਨ ਨੂੰ ਕਮਜੋਰ ਰਾਜ ਪ੍ਰਬੰਧ ਵਾਲੇ ਦੇਸ਼ਾਂ ਅਤੇ ਵਿਹਲੀਆਂ ਧਰਤੀਆਂ ਵਾਲੇ ਦੇਸ਼ ਲੱਭਣ ਲਈ ਭੇਜਿਆ। ਉਸਦਾ ਸਮੁੰਦਰੀ ਬੇੜਾ 1770 ਵਿੱਚ ਇਸ ਵਿਹਲੀ ਪਈ ਧਰਤੀ (ਆਸਟ੍ਰੇਲੀਆ ਅਤੇ ਨਿਊਜੀਲੈਂਡ) ਪੰਹੁਚਿਆ। ਨਾ ਮਾਤਰ ਮੂਲਵਾਸੀਆਂ ਦੀ ਵਸੋਂ ਵਾਲੀ ਇਸ ਧਰਤੀ ਦਾ ਆਪਣੀ ਪਾਰਖੂ ਅੱਖ ਨਾਲ ਜਾਇਜਾ ਲੈ ਕੇ ਅਤੇ ਅਨਮੋਲ ਖਣਿਜ ਪਦਾਰਥਾਂ ਵਾਲੇ ਵਡਮੁਲੇ ਅਨਮੋਲ ਖਜਾਨੇ ਵਾਲੀ ਵਿਹਲੀ ਪਈ ਧਰਤੀ ਨੂੰ ਆਬਾਦ ਕਰਨ ਦੀ ਨੀਯਤ ਨਾਲ ਉਹ ਬ੍ਰਿਟਿਸ਼ ਸਰਕਾਰ ਨੂੰ ਜਾਣਕਾਰੀ ਦੇਣ ਲਈ ਵਾਪਿਸ ਮੁੜ ਗਿਆ।

ਇਸਤੋਂ ਬਾਅਦ ਬ੍ਰਿਟਿਸ਼ ਸਰਕਾਰ ਨੇ ਕੈਪਟਨ ਔਰਥਰ ਫਿਲਪ ਦੀ ਕਮਾਂਡ ਹੇਠ ਆਪਣੇ ਰਾਜ ਹੇਠ ਆਉਂਦੇ ਅਪਰਾਧੀ ਕਿਸਮ ਦੇ ਲੋਕਾਂ ਨੂੰ ਸਜਾ ਦੇਣ ਦੀ ਨੀਯਤ ਨਾਲ ਅਤੇ ਉਨ੍ਹਾਂ ਤੋਂ ਹੀ ਕਲੋਨੀਆਂ ਬਣਵਾਉਣ ਲਈ ਅਤੇ ਆਸਟ੍ਰੇਲੀਆ ਉੱਤੇ ਕਬਜਾ ਕਰਨ ਲਈ 11 ਸਮੁੰਦਰੀ ਬੇੜਿਆਂ ਤੇ ਹਰ ਕਿਸਮ ਦਾ ਸਾਜੋ-ਸਮਾਨ ਲੱਦ ਕੇ ਅਤੇ 1500 ਦੇ ਕਰੀਬ ਕਾਮਿਆਂ ਨੂੰ ਭੇਜਿਆ ਗਿਆ। ਇਨ੍ਹਾਂ ਵਿੱਚ ਕਾਲੇਪਾਣੀ ਸਜਾ ਯਾਫਤਾ 778 ਅਪਰਾਧੀ ਕਿਸਮ ਦੇ ਲੋਕਵੀ ਸਨ ਜਿਹਨਾਂ ਜਿਨ੍ਹਾਂ ਵਿੱਚ 192 ਔਰਤਾਂ ਤੇ 586 ਆਦਮੀ ਸਨ। ਇਨ੍ਹਾਂ ਸਾਰਿਆਂ ਨੂੰ ਇੰਗਲੈਂਡ ਤੋਂ ਲਿਆ ਕੇ 26 ਜਨਵਰੀ 1788 ਨੂੰ ਆਸਟ੍ਰੇਲੀਆ ਦੇ (ਨਿਊ ਸਾਊਥਵੇਲਜ) ਸੂਬੇ ਦੇ ਸਮੁੰਦਰੀ ਕਿਨਾਰੇ ਆਪਣਾ ਬ੍ਰਿਟਿਸ਼ ਸਰਕਾਰ ਦਾ ਝੰਡਾ ਗੱਡ ਦਿੱਤਾ ਗਿਆ ਸੀ।

ਉਸ ਵੇਲੇ ਤੋਂ ਹੀ ਇਸ ਧਰਤੀ ਦਾ ਅਮਲੀ ਤੌਰ ਤੇ ਵਿਕਾਸ ਹੋਣਾ ਸ਼ੁਰੂ ਹੋਇਆ। ਉਸ ਵੇਲੇ ਚੱਲ ਰਹੇ ਵਿਕਾਸ ਕਾਰਜਾਂ ਅਤੇ ਅਬਾਦ ਹੋ ਰਹੀ ਇਸ ਧਰਤੀ ਉੱਤੇ ਪੰਜਾਬ ਵਿੱਚ ਅਮੀਰ ਸ਼ਾਹੂਕਾਰਾ ਤੰਤਰ ਵਲੋਂ ਸਤਾਏ ਅਤੇ ਕੁਦਰਤ ਦੀ ਮਾਰ ਹੇਠ ਆਏ ਪੰਜਾਬੀ ਗਰੀਬੀ ਦੀ ਮਾਰ ਨਾ ਸਹਿੰਦੇ ਹੋਏ ਆਪਣਾ ਵਧੀਆ ਭਵਿਖ ਬਨਾਉਣ ਲਈ ਇਸ ਧਰਤੀ ਤੇ ਪਹੁੰਚੇ ਸਨ ਅਤੇ ਆਸਟ੍ਰੇਲੀਆ ਦੇ ਵਿਕਾਸ ਵਿਚ ਇਨ੍ਹਾਂ ਮਿਹਨਤੀ ਪੰਜਾਬੀ ਸਿੱਖਾਂ ਨੇ ਬਹੁਤ ਵੱਡਾ ਯੋਗਦਾਨ ਪਾਇਆ ਹੈ।

ਉਦੋਂ ਇਸ ਦੇਸ਼ ਦੇ ਵਿਕਾਸ ਲਈ ਕੁੱਝ ਕਰਨ ਲਈ ਬੰਦਿਆਂ ਦੀ ਬਹੁਤ ਵੱਡੀ ਘਾਟ ਸੀ। ਨਾ ਤਾਂ ਇੱਥੇ ਪੱਕੀਆਂ ਸੜਕਾਂ ਸਨ ਅਤੇ ਨਾ ਹੀ ਰੇਲਗੱਡੀਆਂ ਦੀਆਂ ਲਾਈਨਾਂ ਵਿਛੀਆਂ ਸਨ। ਬਿਜਲੀ ਦਾ ਪ੍ਰਬੰਧ ਵੀ ਨਹੀਂ ਸੀ। ਉਸ ਵੇਲੇ ਸ਼ਹਿਰ ਤੇ ਕਲੋਨੀਆਂ ਵੀ ਨਹੀਂ ਸਨ। ਇਹ ਧਰਤੀ ਵਿਹਲੀ ਪਈ ਸੀ, ਬੀਆਵਾਨ ਅਤੇ ਉਜਾੜ ਜਮੀਨ ਵਿੱਚ ਜੰਗਲ ਹੀ ਜੰਗਲ ਸਨ। ਉਸ ਵੇਲੇ ਸਿਰੜੀ ਅਤੇ ਸਖਤ ਕੰਮ ਕਰਨ ਵਾਲੇ ਪੰਜਾਬੀ ਕਿਸਾਨ (ਜਿਹੜੇ ਕਿ ਘੱਟ ਜਮੀਨ ਵਾਲੇ ਦੁਆਬੇ ਖੇਤਰ ਨਾਲ ਸਬੰਧਿਤ ਸਨ) ਪੰਜਾਬ ਤੋਂ ਇੱਥੇ ਪਹੁੰਚੇ। ਉਹਨਾਂ ਨੇ ਇੱਥੇ ਆ ਕੇ ਜੰਗਲ ਕੱਟ ਕੇ ਵਾਹੀ ਯੋਗ ਉਪਜਾਊ ਜਮੀਨ ਬਣਾਉਣ ਦਾ ਕੰਮ ਵੀ ਕੀਤਾ, ਭੇਡਾਂ, ਬਕਰੀਆਂ, ਗਾਵਾਂ ਆਦਿ ਪਾਲਣ ਦੇਨਾਲ ਨਾਲ ਫਾਰਮਾਂ ਵਿਚ ਵੀ ਸਖਤ ਕੰਮ ਕੀਤਾ। ਸੜਕਾਂ ਦੀ ਉਸਾਰੀ ਕਰਨ, ਰੇਲਗੱਡੀਆਂ ਦੀਆਂ ਲਾਈਨਾਂ ਵਿਛਾਉਣ, ਬਿਜਲੀ ਦੀਆਂ ਤਾਰਾਂ ਪਾਉਣ, ਖੰਭੇ ਗੱਡਣ, ਫਾਰਮਾਂ ਵਿਚ ਸਬਜੀਆਂ ਉਗਾਣ, ਅਨਾਜ ਉਗਾਉਣ, ਫਲ਼ ਵਗੈਰਾ ਦੇ ਬੂਟੇ ਲਗਵਾਉਣ, ਫਲ ਤੋੜਨ, ਜਮੀਨ ਵਿਚੋਂ ਸੋਨਾ ਅਤੇ ਹੋਰ ਧਾਤਾਂ ਕੱਢਣ ਦਾ ਕੰਮ ਵੀ ਇਨ੍ਹਾਂ ਮਿਹਨਤੀ ਪੰਜਾਬੀਆਂ ਨੇ ਕੀਤਾ।

ਪੰਜਾਬੀਆਂ ਨੇ ਪੇਂਡੂ ਖੇਤਰ ਵਿਚ ਦੂਰ ਦੁਰਾਡੇ ਰਹਿੰਦੇ ਲੋਕਾਂ ਦੀ ਸਹੂਲੀਅਤ ਲਈ ਪਹਿਲਾਂ ਪਹਿਲ ਊਠਾਂ, ਘੋੜਿਆਂ ਦੀਆਂ ਪਿੱਠਾਂ ਤੇ ਲੱਦ ਕੇ ਖਾਣ ਪੀਣ ਅਤੇ ਹੋਰ ਘਰੇਲੂ ਜਰੂਰਤਾਂ ਵਾਲਾ ਸਮਾਨ ਲੋਕਾਂ ਦੇ ਘਰੋ ਘਰੀਂ ਜਾ ਕੇ ਹੋਕਾ ਦੇ ਕੇ ਵੇਚਣ ਵਾਲਾ ਹਾਕਰ ਵਾਲਾ ਕੰਮ ਵੀ ਕੀਤਾ। ਉਸ ਤੋਂ ਬਾਅਦ ਊਠ ਗੱਡੀਆਂ ਘੋੜਾ ਗੱਡੀਆਂ ਬਣਾਕੇ ਦੂਰ ਦੁਰਾਡੇ ਪਿੰਡਾਂ ਵਿਚ ਲੋਕਾਂ ਦੀਆਂ ਜਰੂਰਤਾਂ ਪੂਰੀਆਂ ਕਰਨ ਵਾਲਾ ਸਮਾਨ ਹੋਕਾ ਦੇ ਕੇ ਵੇਚਿਆ। ਆਪਣੀ ਬਚਤ ਵਿਚੋਂ ਉਹ ਪੰਜਾਬ ਰਹਿੰਦੇ ਆਪਣੇ ਰਿਸ਼ਤੇਦਾਰਾਂ ਨੂੰ ਪੈਸੇ ਭੇਜਦੇ ਰਹੇ ਜਿਨ੍ਹਾਂ ਉੱਥੇ ਜਮੀਨਾਂ ਖਰੀਦੀਆਂ ਅਤੇ ਆਪਣੇ ਵੱਧੀਆ ਘਰ ਮਕਾਨ ਵੀ ਬਣਾਏ। ਪੰਜਾਬੀਆਂ ਨੇ ਆਪਣੀ ਬਚਤ ਨਾਲ ਇੱਥੇ ਵੀ ਦੁਕਾਨਾਂ ਅਤੇ ਵੱਡੇ ਸਟੋਰ ਬਣਾਏ।

ਕਿਸਾਨੀ ਘਰਾਣੇ ਨਾਲ ਸਬੰਧਿਤ ਉੱਤਮ ਸਿੰਘ ਦੀ ਕਹਾਣੀ ਵੀ ਅਜਿਹੀ ਹੀ ਹੈ। ਉਹਨਾਂ ਨੇ 1881 ਵਿੱਚ ਮੋਗਾ (ਪੰਜਾਬ) ਤੋਂ ਸਮਾਟਰਾ ਪਹੁੰਚ ਕੇ ਪੰਜ ਸਾਲ ਤੱਕ ਤੰਬਾਕੂ ਦੀ ਖੇਤੀ ਵਿੱਚ ਭਾਰਤੀ ਕਾਮਿਆਂ ਦੀ ਸੁਪਰਵੀਜਨ ਕੀਤੀ। ਬਾਅਦ ਵਿੱਚ ਬ੍ਰਿਟਿਸ਼ ਪੁਲੀਸ ਵਿੱਚ ਭਰਤੀ ਹੋ ਗਏ ਅਤੇ ਫਿਰ ਪੰਜਾਬ ਵਾਪਿਸ ਜਾਣ ਦਾ ਮਨ ਬਣਾ ਲਿਆ। ਉੱਥੇ ਜਾ ਕੇ ਜਮੀਨ ਖਰੀਦ ਲਈ ਪਰ ਉੱਥੇ ਜਾ ਕੇ ਦਿਲ ਨਹੀਂ ਲਗਿਆ। ਥੋੜੇ ਸਮੇਂ ਬਾਅਦ ਆਪਣੇ ਭਰਾ ਨੂੰ ਵੀ ਆਪਣੇ ਨਾਲ ਲੈ ਕੇ ਬਟਾਵੀਆ (ਜਕਾਰਤਾ) ਹੁੰਦੇ ਹੋਏ (1890) ਵਿੱਚ ਆਸਟ੍ਰੇਲੀਆ ਦੇ ਸ਼ਹਿਰ ਮੈਲਬੋਰਨ ਵਿਖੇ ਪਹੁੰਚ ਗਏ। ਮੈਲਬੋਰਨ ਪਹੁੰਚ ਕੇ ਪਹਿਲਾਂ ਪਹਿਲ ਪੇਂਡੂ ਇਲਾਕਿਆਂ ਵਿਚ ਜਾ ਕੇ ਘਰੇਲੂ ਵਰਤੋਂ ਵਾਲਾ ਸਮਾਨ ਘਰੋ-ਘਰੀਂ ਜਾ ਕੇ ਹੋਕਾ ਦੇ ਕੇ ਵੇਚਦੇ ਰਹੇ। ਉੱਤਮ ਸਿੰਘ ਨੇ ਸਖਤ ਮਿਹਨਤ ਕਰਦਿਆਂ ਨੇ ਕਾਫੀ ਸਾਰੇ ਪੈਸੇ ਜੋੜੇ ਅਤੇ ਫਿਰ 1902 ਵਿੱਚ ਪੱਛਮੀ ਆਸਟ੍ਰੇਲੀਆ ਵਿੱਚ ਕੰਗਾਰੂ ਆਈਲੈਂਡ ਤੇ ਕਿੰਗਸਕੋਟ ਵਿਖੇ ਘਰੇਲੂ ਵਰਤੋਂ ਵਾਲੀਆਂ ਵਸਤਾਂ ਦਾ ਪਹਿਲਾ ਜਨਰਲ ਸਟੋਰ ਬਣਾਇਆ।

ਉਤੱਮ ਸਿੰਘ ਅਜਿਹੇ ਇਕੱਲੇ ਪੰਜਾਬੀ ਨਹੀਂ ਹਨ ਬਲਕਿ ਅਜਿਹੇ ਹੋਰ ਵੀ ਬਹੁਤ ਸਾਰੇ ਪੰਜਾਬੀ ਹਨ ਜਿਹਨਾਂ ਨੇ 18ਵੀਂ ਅਤੇ 19ਵੀਂ ਸਦੀ ਵਿੱਚ ਆਸਟ੍ਰੇਲੀਆ ਪਹੁੰਚ ਕੇ ਸਖਤ ਮਿਹਨਤ ਕਰਦਿਆਂ ਇਸਦੇ ਵਿਕਾਸ ਵਿੱਚ ਬਣਦਾ ਯੋਗਦਾਨ ਦਿੰਦਿਆਂ ਨਾ ਸਿਰਫ ਆਸਟ੍ਰੇਲੀਆ ਦਾ ਮੂੰਹ ਮੱਥਾ ਸੰਵਾਰਿਆ ਹੈ ਬਲਕਿ ਨਾਲ ਹੀ ਆਪਣੀ ਮਿਹਨਤ ਦੀ ਕਮਾਈ ਜੋੜ ਕੇ ਆਪਣੇ ਕਾਰੋਬਾਰ ਵੀ ਚਲਾਏ ਹਨ।

ਮਨਮੋਹਨ ਸਿੰਘ ਖੇਲਾ

ਸਿਡਨੀ

Continue Reading

Editorial

ਮਸਾਲੇ ਵਾਲੇ ਫਲਾਂ ਅਤੇ ਕੈਮੀਕਲ ਵਾਲੀਆਂ ਸਬਜੀਆਂ ਦੀ ਵਿਕਰੀ ਤੇ ਸਖਤੀ ਨਾਲ ਰੋਕ ਲਗਾਏ ਪ੍ਰਸ਼ਾਸਨ

Published

on

By

ਸਬਜੀਆਂ ਅਤੇ ਫਲ ਹਰ ਘਰ ਦੀ ਲੋੜ ਹਨ ਅਤੇ ਹਰ ਵਿਅਕਤੀ ਆਪਣੇ ਘਰ ਪਰਿਵਾਰ ਲਈ ਫਲਾਂ ਅਤੇ ਸਬਜੀਆਂ ਦੀ ਖਰੀਦ ਕਰਦਾ ਹੈ ਪਰੰਤੂ ਬਾਜਾਰ ਵਿੱਚ ਅੱਜਕੱਲ ਜਿਹੜੇ ਫਲ ਅਤੇ ਸਬਜੀਆਂ ਵਿਕ ਰਹੇ ਹਨ ਉਹਨਾਂ ਬਾਰੇ ਇਹ ਗੱਲ ਆਮ ਆਖੀ ਜਾਂਦੀ ਹੈ ਕਿ ਇਹਨਾਂ ਫਲਾਂ ਅਤੇ ਸਬਜੀਆਂ ਵਿੱਚੋਂ ਜਿਆਦਾਤਰ ਨੂੰ ਮਨੁੱਖੀ ਸਿਹਤ ਲਈ ਨੁਕਸਾਨਦਾਇਕ ਕੈਮੀਕਲਾਂ ਦੀ ਮਦਦ ਨਾਲ ਪਕਾਇਆ ਅਤੇ ਵੱਡਾ ਕੀਤਾ ਜਾਂਦਾ ਹੈ। ਅਜਿਹਾ ਆਮ ਕਿਹਾ ਜਾਂਦਾ ਹੈ ਕਿ ਕੱਦੂ ਦੀ ਵੇਲ ਅਤੇ ਹੋਰਨਾਂ ਸਬਜੀਆਂ ਦੀਆਂ ਜੜ੍ਹਾਂ ਵਿਚ ਮੱਝਾਂ ਨੂੰ ਧਾਰ ਚੋਣ ਵੇਲੇ ਲਗਾਇਆ ਜਾਣ ਵਾਲਾ ਹਾਰਮੋਨ ਦਾ ਟੀਕਾ ਲਗਾਇਆ ਜਾਂਦਾ ਹੈ ਜਿਸ ਨਾਲ ਇਹਨਾਂ ਸਬਜੀਆਂ ਦਾ ਆਕਾਰ ਰਾਤੋ ਰਾਤ ਬਹੁਤ ਵੱਡਾ ਹੋ ਜਾਂਦਾ ਹੈ।

ਬਾਜਾਰ ਵਿੱਚ ਵਿਕਦੇ ਫਲਾਂ ਨੂੰ ਵੀ ਵੱਖ ਵੱਖ ਕੈਮੀਕਲਾਂ ਦੀ ਵਰਤੋਂ ਕਰਕੇ ਪਕਾਉਣ ਅਤੇ ਚਮਕਦਾਰ ਬਣਾਉਣ ਦੀ ਗੱਲ ਅਕਸਰ ਸਾਮ੍ਹਣੇ ਆਉਂਦੀ ਹੈ। ਮਸਾਲਿਆਂ ਨਾਲ ਪਕਾ ਕੇ ਵੇਚੇ ਜਾ ਰਹੇ ਫਲ ਹੋਣ ਜਾਂ ਟੀਕੇ ਲਗਾ ਕੇ ਵੱਡੀਆਂ ਕੀਤੀਆਂ ਸਬਜੀਆਂ, ਇਹ ਸਾਰੇ ਹੀ ਇਹਨਾਂ ਕੈਮੀਕਲਾਂ ਦੇ ਅਸਰ ਕਾਰਨ ਜਹਿਰ ਵਰਗੀਆਂ ਹੀ ਹੋ ਜਾਂਦੀਆਂ ਹਨ। ਇਹਨਾਂ ਕਾਰਨ ਮਨੁੱਖੀ ਸਿਹਤ ਨੂੰ ਭਾਰੀ ਨੁਕਸਾਨ ਪਹੁੰਚਦਾ ਹੈ ਅਤੇ ਆਮ ਲੋਕ ਜਿਹੜੇ ਇਹਨਾਂ ਫਲਾਂ ਨੂੰ ਇਹ ਸੋਚ ਕੇ ਖਰੀਦਦੇ ਹਨ ਕਿ ਇਹ ਉਹਨਾਂ ਦੀ ਸਿਹਤ ਲਈ ਲਾਭਦਾਇਕ ਹਨ, ਉਹ ਉਲਟਾ ਆਪਣੇ ਅਤੇ ਆਪਣੇ ਪਰਿਵਾਰ ਲਈ ਹਲਕਾ ਜਹਿਰ ਖਰੀਦ ਰਹੇ ਹੁੰਦੇ ਹਨ।

ਕਿਸਾਨਾਂ ਵਲੋਂ ਸਬਜੀਆਂ ਅਤੇ ਫਲਾਂ ਉੱਪਰ ਕੀੜੇਮਾਰ ਦਵਾਈਆਂ ਦਾ ਭਾਰੀ ਛਿੜਕਾਅ ਕੀਤਾ ਜਾਂਦਾ ਹੈ ਜਿਸ ਕਾਰਨ ਇਹ ਸਬਜੀਆਂ ਅਤੇ ਫਲ ਪਹਿਲਾਂ ਹੀ ਕੀਟਨਾਸ਼ਕਾਂ ਦੇ ਜਹਿਰ ਦੇ ਅਸਰ ਹੇਠ ਆ ਜਾਂਦੇ ਹਨ ਅਤੇ ਬਾਕੀ ਦੀ ਕਸਰ ਇਹਨਾਂ ਸਬਜੀਆਂ ਅਤੇ ਫਲਾਂ ਦੇ ਵਪਾਰੀ (ਅਤੇ ਦੁਕਾਨਦਾਰ) ਪੂਰੀ ਕਰ ਦਿੰਦੇ ਹਨ, ਜੋ ਕੱਚੇ ਫਲਾਂ ਅਤੇ ਕੱਚੀਆਂ ਸਬਜੀਆਂ ਨੂੰ ਕੈਮੀਕਲਾਂ, ਰਸਾਇਣਾਂ, ਮਸਾਲਿਆਂ ਨਾਲ ਪਕਾ ਕੇ ਵੇਚਦੇ ਹਨ ਅਤੇ ਆਮ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਦੇ ਹਨ। ਸਬਜੀਆਂ ਅਤੇ ਫਲ ਵੇਚਣ ਵਾਲੇ ਦੁਕਾਨਦਾਰਾਂ ਵਲੋਂ ਆਪਣੀਆਂ ਸਬਜੀਆਂ ਅਤੇ ਫਲਾਂ ਨੂੰ ਚਮਕਦਾਰ ਬਣਾਉਣ ਅਤੇ ਕੱਚੇ ਫਲਾਂ ਨੂੰ ਪਕਾਉਣ ਲਈ ਖੁੱਲੇਆਮ ਕਈ ਤਰ੍ਹਾਂ ਦੇ ਮਸਾਲਿਆਂ ਅਤੇ ਰਸਾਇਣਾਂ ਦੀ ਵਰਤੋ ਕੀਤੀ ਜਾਂਦੀ ਹੈ, ਜੋ ਕਿ ਮਨੁੱਖੀ ਸਿਹਤ ਲਈ ਹਾਨੀਕਾਰਕ ਹੁੰਦੇ ਹਨ।

ਫਲ ਅਤੇ ਸਬਜੀਆਂ ਵੇਚਣ ਵਾਲੇ ਦੁਕਾਨਦਾਰ ਇਹ ਲੋਕ ਕੈਮੀਕਲਾਂ ਨਾਲ ਤਿਆਰ ਕੀਤੀਆਂ ਸਬਜੀਆਂ ਅਤੇ ਫਲਾਂ ਨੂੰ ਬਾਜਾਰ ਵਿੱਚ ਵੇਚ ਕੇ ਖੁਦ ਤਾਂ ਭਾਰੀ ਮੁਨਾਫਾ ਕਮਾਉਂਦੇ ਹਨ ਪਰੰਤੂ ਜਿਹੜੇ ਲੋਕ ਅਜਿਹੀਆਂ ਸਬਜੀਆਂ ਖਰੀਦ ਕੇ ਖਾਂਦੇ ਹਨ ਉਹਨਾਂ ਦੀ ਸਿਹਤ ਨੂੰ ਭਾਰੀ ਨੁਕਸਾਨ ਪਹੁੰਚਦਾ ਹੈ। ਇਸ ਸੰਬੰਧੀ ਗੱਲ ਕਰਨ ਤੇ ਖੇਤੀ ਮਾਹਿਰ ਸਲਾਹ ਦਿੰਦੇ ਹਨ ਕਿ ਆਮ ਲੋਕਾਂ ਨੂੰ ਸਿਰਫ ਉਹ ਸਬਜੀ ਖਾਣੀ ਚਾਹੀਦੀ ਹੈ, ਜਿਸ ਨੂੰ ਕੀੜਾ ਲਗਿਆ ਹੋਵੇ, ਕਿਉਂਕਿ ਕੀੜਾ ਉਸੇ ਸਬਜੀ ਨੂੰ ਲੱਗਦਾ ਹੈ ਜਿਸਤੇ ਕੀਟ ਨਾਸ਼ਕਾਂ ਦਾ ਅਸਰ ਬਹੁਤ ਘੱਟ ਹੋਵੇ। ਉਹਨਾਂ ਦੇ ਕਹਿਣ ਦਾ ਭਾਵ ਇਹ ਹੁੰਦਾ ਹੈ ਕਿ ਜਿਸ ਸਬਜੀ ਨੂੰ ਕੀੜੇ ਖਾ ਸਕਦੇ ਹਨ, ਉਸਨੂੰ ਮਨੁੱਖ ਵੀ ਖਾ ਸਕਦਾ ਹੈ।

ਤਰਾਸਦੀ ਇਹ ਹੈ ਕਿ ਪ੍ਰਸ਼ਾਸ਼ਨ ਨੂੰ ਇਸ ਸਾਰੇ ਕੁੱਝ ਦੀ ਪੂਰੀ ਜਾਣਕਾਰੀ ਹੋਣ ਦੇ ਬਾਵਜੂਦ, ਟੀਕੇ ਲਗਾ ਕੇ ਤਿਆਰ ਕੀਤੀਆਂ ਸਬਜੀਆਂ ਬਾਜਾਰ ਵਿੱਚ ਸ਼ਰੇਆਮ ਵੇਚੀਆਂ ਜਾਂਦੀਆਂ ਹਨ ਪਰੰਤੂ ਖੁਰਾਕ ਸੁਰਖਿਆ ਵਿਭਾਗ (ਜਿਸ ਉੱਪਰ ਅਜਿਹੀਆਂ ਵਸਤਾਂ ਦੀ ਵਿਕਰੀ ਤੇ ਰੋਕ ਲਗਾਉਣ ਦੀ ਜਿੰਮੇਵਾਰੀ ਹੈ) ਵਲੋਂ ਅਜਿਹੀਆਂ ਸਬਜੀਆਂ ਦੀ ਵਿਕਰੀ ਤੇ ਰੋਕ ਲਗਾਉਣ ਲਈ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਇਸ ਸੰਬੰਧੀ ਲੋਕਾਂ ਵਿੱਚ ਹੁੰਦੀ ਆਮ ਚਰਚਾ ਦੇ ਬਾਵਜੂਦ ਅਜਿਹੇ ਸਬਜੀ ੳਤਪਾਦਕਾਂ ਅਤੇ ਫਲ ਵੇਚਣ ਵਾਲਿਆਂ ਦੇ ਖਿਲਾਫ ਕੋਈ ਕਾਰਵਾਈ ਨਹੀਂ ਹੁੰਦੀ ਅਤੇ ਉਹ ਆਪਣੀਆਂ ਕਾਰਵਾਈਆਂ ਨੂੰ ਸ਼ਰੇਆਮ ਅੰਜਾਮ ਦਿੰਦੇ ਰਹਿੰਦੇ ਹਨ। ਇਹ ਵੀ ਕਿਹਾ ਜਾ ਸਕਦਾ ਹੈ ਕਿ ਸਾਡੇ ਦੇਸ਼ ਦਾ ਸਿਸਟਮ ਹੀ ਕੁੱਝ ਅਜਿਹਾ ਬਣ ਗਿਆ ਹੈ ਕਿ ਇੱਥੇ ਹਰ ਵਿਅਕਤੀ ਨੂੰ ਇਹ ਜਾਣਕਾਰੀ ਹੁੰਦੀ ਹੈ ਕਿ ਕੁੱਝ ਲੋਕਾਂ ਵਲੋਂ ਆਪਣੇ ਨਿੱਜੀ ਫਾਇਦੇ ਲਈ ਹੋਰਨਾਂ ਲੋਕਾਂ ਦੀਆਂ ਜਿੰਦਗੀਆਂ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ ਪਰੰਤੂ ਪ੍ਰਸ਼ਾਸ਼ਨ ਪੂਰੀ ਤਰ੍ਹਾਂ ਅੰਨਾ ਬੋਲਾ ਬਣਿਆ ਰਹਿੰਦਾ ਹੈ ਅਤੇ ਅਜਿਹੀਆਂ ਕਾਰਵਾਈਆਂ ਲਗਾਤਾਰ ਜਾਰੀ ਰਹਿੰਦੀਆਂ ਹਨ।

ਸਥਾਨਕ ਪ੍ਰਸ਼ਾਸ਼ਨ ਦੀ ਜਿੰਮੇਵਾਰੀ ਬਣਦੀ ਹੈ ਕਿ ਉਹ ਆਮ ਲੋਕਾਂ ਨੂੰ ਫਲਾਂ ਅਤੇ ਸਬਜੀਆਂ ਦੇ ਰੂਪ ਵਿੱਚ ਵੇਚੇ ਜਾ ਰਹੇ ਇਸ ਜਹਿਰ ਦੀ ਵਿਕਰੀ ਤੇ ਕਾਬੂ ਕਰਨ ਲਈ ਸਖਤ ਕਦਮ ਚੁੱਕੇ ਅਤੇ ਬਾਜਾਰ ਵਿੱਚ ਮਸਾਲਿਆਂ, ਕੈਮੀਕਲਾਂ ਨਾਲ ਪਕਾਏ ਹੋਏ ਫਲਾਂ ਅਤੇ ਸਬਜੀਆਂ ਦੀ ਵਿਕਰੀ ਤੇ ਪੂਰੀ ਤਰ੍ਹਾਂ ਰੋਕ ਲਗਾਈ ਜਾਵੇ। ਜਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਚਾਹੀਦਾ ਹੈ ਕਿ ਉਹ ਖੁਦ ਇਸ ਪਾਸੇ ਧਿਆਨ ਦੇਣ ਅਤੇ ਇਸ ਸੰਬੰਧੀ ਜਿੰਮੇਵਾਰ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕਰਕੇ ਬਣਦੀ ਕਾਰਵਾਈ ਨੂੰ ਯਕੀਨੀ ਬਣਾਉਣ ਤਾਂ ਜੋ ਆਮ ਲੋਕਾਂ ਦੀ ਸਿਹਤ ਨਾਲ ਖਿਲਵਾੜ ਦੀ ਇਸ ਕਾਰਵਾਈ ਤੇ ਮੁਕੰਮਲ ਰੋਕ ਲੱਗੇ।

Continue Reading

Editorial

ਮੁੱਖ ਚੋਣ ਕਮਿਸ਼ਨਰ ਦੀ ਨਿਰਪੱਖਤਾ ਤੇ ਉਠਦੇ ਸਵਾਲ

Published

on

By

ਭਾਰਤ ਦੇ ਮੁੱਖ ਚੋਣ ਕਮਿਸ਼ਨਰ ਬਾਰੇ ਅੱਜ ਕੱਲ ਵਿਰੋਧੀ ਪਾਰਟੀਆਂ ਦੇ ਆਗੂਆਂ ਵੱਲੋਂ ਬਹੁਤ ਕੁਝ ਕਿਹਾ ਜਾ ਰਿਹਾ ਹੈ ਅਤੇ ਦੋਸ਼ ਲਗਾਇਆ ਜਾ ਰਿਹਾ ਹੈ ਕਿ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਮੋਦੀ ਸਰਕਾਰ ਦੇ ਪੱਖ ਵਿੱਚ ਭੁਗਤ ਰਹੇ ਹਨ ਅਤੇ ਲਗਾਤਾਰ ਅਜਿਹੇ ਫੈਸਲੇ ਕਰ ਰਹੇ ਹਨ ਜਿਸ ਨਾਲ ਭਾਜਪਾ ਨੂੰ ਫਾਇਦਾ ਪਹੁੰਚਦਾ ਹੈ।

ਭਾਰਤ ਦੇ ਦੋ ਚੋਣ ਕਮਿਸ਼ਨਰਾਂ ਵੱਲੋਂ ਵੀ ਮੁੱਖ ਚੋਣ ਕਮਿਸ਼ਨਰ ਦੀ ਕਾਰਗੁਜਾਰੀ ਬਾਰੇ ਸਵਾਲ ਉਠਾਏ ਗਏ ਹਨ। ਇਸ ਦੌਰਾਨ ਮੁੱਖ ਚੋਣ ਕਮਿਸ਼ਨਰ ਦਾ ਮਾਮਲਾ ਸੁਪਰੀਮ ਕੋਰਟ ਵੀ ਪਹੁੰਚ ਗਿਆ ਹੈ ਅਤੇ ਸੁਪਰੀਮ ਕੋਰਟ ਨੇ ਵੀ ਕਿਹਾ ਹੈ ਕਿ ਚੋਣ ਕਮਿਸ਼ਨ ਨੇ ਜਿਹੜੇ ਫੈਸਲੇ ਸਰਬਸੰਮਤੀ ਨਾਲ ਨਹੀਂ ਕੀਤੇ, ਉਹ ਫੈਸਲੇ ਰੱਦ ਕੀਤੇ ਜਾਣਗੇ।

ਭਾਰਤ ਵਿੱਚ ਪਿਛਲੇ ਕੁਝ ਸਮੇਂ ਤੋਂ ਕਾਂਗਰਸ ਦੇ ਆਗੂ ਰਾਹੁਲ ਗਾਂਧੀ ਅਤੇ ਇੰਡੀਆ ਗਠਜੋੜ ਦੇ ਹੋਰ ਮੁੱਖ ਆਗੂਆਂ ਵੱਲੋਂ ਮੁੱਖ ਚੋਣ ਕਮਿਸ਼ਨਰ ਦੀ ਕਾਰਗੁਜਾਰੀ ਤੇ ਸਵਾਲ ਉਠਾਏ ਜਾ ਰਹੇ ਹਨ। ਰਾਹੁਲ ਗਾਂਧੀ ਅਤੇ ਹੋਰ ਆਗੂ ਤਾਂ ਵਾਰ ਵਾਰ ਦੋਸ਼ ਲਗਾ ਰਹੇ ਹਨ ਕਿ ਚੋਣ ਕਮਿਸ਼ਨ ਵੱਲੋਂ ਵੋਟਾਂ ਦੀ ਸੁਧਾਈ ਦੇ ਬਹਾਨੇ ਲੱਖਾਂ ਵੋਟਰਾਂ ਦੀਆਂ ਵੋਟਾਂ ਕੱਟ ਦਿੱਤੀਆਂ ਗਈਆਂ ਹਨ। ਕਈ ਆਗੂ ਤਾਂ ਇਹ ਵੀ ਦੋਸ਼ ਲਗਾਉਂਦੇ ਹਨ ਕਿ ਚੋਣ ਕਮਿਸ਼ਨ ਵੱਲੋਂ ਜਿਹੜੇ ਲੋਕਾਂ ਦੀਆਂ ਵੋਟਾਂ ਕੱਟੀਆਂ ਗਈਆਂ ਹਨ, ਉਹ ਭਾਜਪਾ ਵਿਰੋਧੀ ਪਾਰਟੀਆਂ ਨੂੰ ਵੋਟਾਂ ਪਾਉਂਦੇ ਸਨ, ਇਸ ਕਾਰਨ ਉਹਨਾਂ ਦੀਆਂ ਵੋਟਾਂ ਹੀ ਕੱਟ ਦਿਤੀਆਂ ਗਈਆਂ ਤਾਂ ਕਿ ਭਾਜਪਾ ਵਿਰੋਧੀ ਪਾਰਟੀਆਂ ਨੂੰ ਘੱਟ ਵੋਟਾਂ ਪੈਣ।

ਵਿਰੋਧੀ ਆਗੂ ਚੋਣ ਕਮਿਸ਼ਨ ਅਤੇ ਮੋਦੀ ਸਰਕਾਰ ਨੂੰ ਵੋਟ ਚੋਰ ਵੀ ਕਹਿ ਰਹੇ ਹਨ। ਇਸ ਤੋਂ ਇਲਾਵਾ ਵੋਟਿੰਗ ਮਸ਼ੀਨਾਂ ਬਾਰੇ ਵੀ ਵਿਰੋਧੀ ਪਾਰਟੀਆਂ ਦੇ ਆਗੂਆਂ ਵੱਲੋਂ ਲਗਾਤਾਰ ਸਵਾਲ ਉਠਾਏ ਜਾਂਦੇ ਰਹੇ ਹਨ ਅਤੇ ਮੰਗ ਕੀਤੀ ਜਾਂਦੀ ਹੈ ਕਿ ਭਾਰਤ ਵਿੱਚ ਚੋਣਾਂ ਵੋਟਿੰਗ ਮਸ਼ੀਨਾਂ ਦੀ ਥਾਂ ਬੈਲਟ ਪੇਪਰਾਂ ਨਾਲ ਕਰਵਾਈਆਂ ਜਾਣ। ਵਿਰੋਧੀ ਆਗੂ ਤਰਕ ਦਿੰਦੇ ਹਨ ਕਿ ਵਿਸ਼ਵ ਦੇ ਵਿਕਸਤ ਦੇਸ਼ਾਂ ਨੇ ਵੀ ਵੋਟਿੰਗ ਮਸ਼ੀਨਾਂ ਨੂੰ ਰੱਦ ਕਰਕੇ ਬੈਲਟ ਪੇਪਰਾਂ ਰਾਹੀਂ ਵੋਟਿੰਗ ਕਰਵਾਉਂਦੇ ਹਨ। ਇਸ ਤਰ੍ਹਾਂ ਦਾ ਸਿਸਟਮ ਭਾਰਤ ਵਿੱਚ ਵੀ ਲਾਗੂ ਕੀਤਾ ਜਾ ਸਕਦਾ ਹੈ।

ਭਾਰਤ ਵਿੱਚ ਕੁਝ ਸਾਲ ਪਹਿਲਾਂ ਵੋਟਾਂ ਬੈਲਟ ਪੇਪਰ ਰਾਹੀਂ ਹੀ ਪੈਂਦੀਆਂ ਸਨ ਪਰ ਬਾਅਦ ਵਿੱਚ ਵੋਟਿੰਗ ਮਸ਼ੀਨਾਂ ਰਾਹੀਂ ਵੋਟਾਂ ਪਵਾਈਆਂ ਜਾਣ ਲੱਗੀਆਂ। ਅਕਸਰ ਵੋਟਿੰਗ ਮਸ਼ੀਨਾਂ ਦੀ ਕਾਰਗੁਜਾਰੀ ਤੇ ਸਵਾਲ ਉਠਾਏ ਜਾਂਦੇ ਹਨ। ਹੁਣ ਤਾਂ ਚੋਣ ਕਮਿਸ਼ਨ ਤੇ ਵੋਟ ਚੋਰੀ ਅਤੇ ਵਿਰੋਧੀ ਪਾਰਟੀਆਂ ਦੇ ਸਮਰਥਕ ਵੋਟਰਾਂ ਦੀਆਂ ਵੋਟਾਂ ਕੱਟਣ ਦਾ ਵੱਡਾ ਇਲਜ਼ਾਮ ਲਾਇਆ ਜਾ ਰਿਹਾ ਹੈ। ਜਿਸ ਨੂੰ ਹਲਕੇ ਵਿੱਚ ਨਹੀਂ ਲਿਆ ਜਾ ਸਕਦਾ।

ਲੋਕਤੰਤਰ ਵਿੱਚ ਵੋਟਾਂ ਦਾ ਕੰਮ ਸਹੀ ਤਰੀਕੇ ਨਾਲ ਕਰਵਾਉਣ ਲਈ ਚੋਣ ਕਮਿਸ਼ਨ ਦਾ ਨਿਰਪੱਖ ਹੋਣਾ ਬਹੁਤ ਜ਼ਰੂਰੀ ਹੈ। ਜੇ ਚੋਣ ਕਮਿਸ਼ਨ ਹੀ ਸਰਕਾਰ ਦੇ ਪੱਖ ਵਿੱਚ ਭੁਗਤੇਗਾ ਤਾਂ ਨਿਰਪੱਖ ਚੋਣਾਂ ਹੋਣ ਦੀ ਆਸ ਮੱਧਮ ਹੋਵੇਗੀ। ਹਰ ਪਾਰਟੀ ਲਗਾਤਾਰ ਸੱਤਾ ਵਿੱਚ ਰਹਿਣ ਲਈ ਚੋਣ ਕਮਿਸ਼ਨ ਨੂੰ ਆਪਣੇ ਪੱਖ ਵਿੱਚ ਕਰਨ ਦਾ ਯਤਨ ਕਰਦੀ ਹੈ ਪਰ ਵਿਰੋਧੀ ਆਗੂ ਕਹਿ ਰਹੇ ਹਨ ਕਿ ਭਾਜਪਾ ਵੱਲੋਂ ਚੋਣ ਕਮਿਸ਼ਨ ਨੂੰ ਆਪਣਾ ਮੋਹਰਾ ਬਣਾ ਕੇ ਲਗਾਤਾਰ ਸੱਤਾ ਪ੍ਰਾਪਤ ਕੀਤੀ ਜਾ ਰਹੀ ਹੈ।

ਪੱਛਮੀ ਬੰਗਾਲ ਦੀ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ ਅਕਸਰ ਦੋਸ਼ ਲਗਾਉਂਦੀ ਹੈ ਕਿ ਵੋਟਾਂ ਦੀ ਸੁਧਾਈ ਦੇ ਬਹਾਨੇ ਪੱਛਮੀ ਬੰਗਾਲ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਹਨਾਂ ਦੀ ਪਾਰਟੀ ਦੇ ਲੱਖਾਂ ਵੋਟਰਾਂ ਦੀਆਂ ਵੋਟਾਂ ਹੀ ਕੱਟ ਦਿੱਤੀਆਂ ਗਈਆਂ, ਜਿਸ ਕਾਰਨ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਜੇਤੂ ਹੋ ਕੇ ਸਰਕਾਰ ਬਣਾਉਣ ਵਿੱਚ ਕਾਮਯਾਬ ਹੋ ਗਈ। ਮਮਤਾ ਬੈਨਰਜੀ ਨੇ ਵੀ ਬਹੁਤ ਵਾਰ ਭਾਰਤ ਦੇ ਚੋਣ ਕਮਿਸ਼ਨ ਦੀ ਕਾਰਗੁਜਾਰੀ ਤੇ ਵੱਡੇ ਸਵਾਲ ਉਠਾਏ ਹਨ।

ਚਾਹੀਦਾ ਤਾਂ ਇਹ ਹੈ ਕਿ ਭਾਰਤ ਦੇ ਚੋਣ ਕਮਿਸ਼ਨ ਦੀ ਕਾਰਗੁਜਾਰੀ ਵਿੱਚ ਸੁਧਾਰ ਲਿਆਂਦਾ ਜਾਵੇ ਤੇ ਚੋਣ ਕਮਿਸ਼ਨ ਨਿਰਪੱਖ ਤਰੀਕੇ ਨਾਲ ਹਰ ਤਰ੍ਹਾਂ ਦੀਆਂ ਚੋਣਾਂ ਕਰਵਾਏ। ਲੋਕਤੰਤਰ ਨੂੰ ਕਾਇਮ ਰੱਖਣ ਲਈ ਭਾਰਤ ਦੇ ਚੋਣ ਕਮਿਸ਼ਨ ਦਾ ਨਿਰਪੱਖ ਹੋਣਾ ਬਹੁਤ ਜ਼ਰੂਰੀ ਹੈ।

ਬਿਊਰੋ

Continue Reading

Editorial

ਕਿਹੜੇ ਪਾਸੇ ਤੁਰ ਪਿਆ ਸਮਾਜ?

Published

on

By

ਪਿਛਲੇ ਦਿਨੀਂ ਬਰਨਾਲਾ ਸ਼ਹਿਰ ਵਿਖੇ ਪ੍ਰਸਿੱਧ ਗਾਇਕ ‘ਬੱਬੂ ਮਾਨ’ ਦੇ ਸ਼ੋਅ ਮੌਕੇ ਇਕੱਤਰ ਹੋਈ ਭੀੜ ਏਨੀ ਜਿਆਦਾ ਉਤੇਜਿਤ ਹੋ ਗਈ ਸੀ ਕਿ ਹਾਲਾਤ ਤੇ ਕਾਬੂ ਕਰਨ ਲਈ ਪੁਲੀਸ ਨੂੰ ਲਾਠੀਚਾਰਜ ਕਰਨਾ ਪਿਆ ਸੀ ਅਤੇ ਪੁਲੀਸ ਤੇ ਪ੍ਰਸ਼ਾਸਨ ਨੇ ਬਹੁਤ ਮੁਸ਼ਕਿਲ ਨਾਲ ਸਥਿਤੀ ਤੇ ਕਾਬੂ ਪਾਇਆ ਸੀ।

ਇਸ ਦੌਰਾਨ ਨੌਜਵਾਨਾਂ ਵਿੱਚ ਹੁੰਦੇ ਆਪਸੀ ਝਗੜਿਆਂ ਦੀਆਂ ਘਟਨਾਵਾਂ ਵੀ ਲਗਾਤਾਰ ਵੱਧ ਰਹੀਆਂ ਹਨ ਅਤੇ ਇਹਨਾਂ ਝਗੜਿਆਂ ਦੌਰਾਨ ਅਕਸਰ ਨੌਜਵਾਨ ਜਖਮੀ ਵੀ ਹੁੰਦੇ ਹਨ। ਪਟਿਆਲਾ ਦੀ ਪੰਜਾਬੀ ਯੂਨੀਵਰਸਿਟੀ ਦੇ ਸਾਹਮਣੇ ਵਸੇ ਪਿੰਡਾਂ ਵਿਦਿਆ ਨਗਰ, ਪ੍ਰੋਫ਼ੈਸਰ ਕਾਲੋਨੀ ਅਤੇ ਕਰਹੇੜੀ ਵਿੱਚ ਨੌਜਵਾਨਾਂ ਦੇ ਆਪਸੀ ਝਗੜੇ ਦੀਆਂ ਘਟਨਾਵਾਂ ਆਮ ਦਿਨ ਵਾਪਰਦੀਆਂ ਹਨ ਅਤੇ ਇਹਨਾਂ ਝਗੜਿਆਂ ਵਿੱਚ ਅਕਸਰ ਨੌਜਵਾਨਾਂ ਵੱਲੋਂ ਕ੍ਰਿਪਾਨਾਂ, ਕਿਰਚਾਂ ਅਤੇ ਚਾਕੂਆਂ ਦੀ ਵਰਤੋ ਕੀਤੀ ਜਾਂਦੀ ਹੈ। ਝਗੜਾ ਕਰਨ ਵਾਲੇ ਇਹ ਹਥਿਆਰਬੰਦ ਨੌਜਵਾਨ ਪੁਲੀਸ ਦੇ ਮੌਕੇ ਤੇ ਪਹੁੰਚਣ ਤੋਂ ਪਹਿਲਾਂ ਹੀ ਗਾਇਬ ਹੋ ਜਾਂਦੇ ਹਨ ਅਤੇ ਇਹਨਾਂ ਤੋਂ ਡਰਦਾ ਕੋਈ ਵੀ ਵਿਅਕਤੀ ਪੁਲੀਸ ਕੋਲ ਇਹਨਾਂ ਬਾਰੇ ਕੋਈ ਬਿਆਨ ਨਹੀਂ ਦਿੰਦਾ।

ਇਹਨਾਂ ਨੌਜਵਾਨਾਂ ਵਿੱਚ ਵੱਡੀ ਗਿਣਤੀ ਯੂਨੀਵਰਸਿਟੀ ਜਾਂ ਕਿਸੇ ਕਾਲਜ ਦੇ ਵਿਦਿਆਰਥੀ ਵੀ ਹੁੰਦੇ ਹਨ ਜੋ ਕਿ ਆਪਣਾ ਧਿਆਨ ਪੜਾਈ ਵਿੱਚ ਲਗਾਉਣ ਦੀ ਥਾਂ ਮਟਰਗਸ਼ਤੀ ਅਤੇ ਬਦਮਾਸ਼ੀ ਵਿੱਚ ਵਧੇਰੇ ਲਗਾਉਂਦੇ ਹਨ। ਕੁਝ ਸਮਾਂ ਪਹਿਲਾਂ ਪੰਜਾਬੀ ਯੂਨੀਵਰਸਿਟੀ ਦੇ ਸਾਹਮਣੇ ਵਾਲੇ ਇਲਾਕੇ ਵਿੱਚ ਇੱਕ ਵਿਦਿਆਰਥੀ ਦਾ ਕਤਲ ਵੀ ਕਰ ਦਿੱਤਾ ਗਿਆ ਸੀ, ਜਿਸ ਤੋਂ ਪਤਾ ਚਲਦਾ ਹੈ ਕਿ ਇਸ ਇਲਾਕੇ ਵਿੱਚ ਹਾਲਾਤ ਕਿੰਨੇ ਚਿੰਤਾਜਨਕ ਹਨ।

ਅਕਸਰ ਹੀ ਵੱਖ ਵੱਖ ਯੂਨੀਵਰਸਿਟੀਆਂ ਅਤੇ ਕਾਲਜਾਂ ਵਿੱਚ ਵੀ ਵਿਦਿਆਰਥੀਆਂ ਦੇ ਵੱਖ ਵੱਖ ਧੜਿਆਂ ਵਿੱਚ ਲੜਾਈਆਂ ਤੇ ਝੜੱਪਾਂ ਹੁੰਦੀਆਂ ਰਹਿੰਦੀਆਂ ਹਨ। ਇਹਨਾਂ ਝੜੱਪਾਂ ਵਿੱਚ ਅਕਸਰ ਕ੍ਰਿਪਾਨਾਂ, ਕਿਰਚਾਂ ਅਤੇ ਚਾਕੂਆਂ ਦੀ ਸ਼ਰੇਆਮ ਵਰਤੋ ਕੀਤੀ ਜਾਂਦੀ ਹੈ। ਕਈ ਵਾਰ ਤਾਂ ਕੁਝ ਵਿਦਿਆਰਥੀ ਪਿਸਤੋਲ ਤੇ ਰਿਵਾਲਵਰ ਨਾਲ ਵੀ ਫਾਇਰ ਕਰ ਦਿੰਦੇ ਹਨ, ਜਿਸ ਨਾਲ ਦਹਿਸ਼ਤ ਫੈਲ ਜਾਂਦੀ ਹੈ। ਵੱਖ ਵੱਖ ਸੜਕਾਂ ਤੇ ਜਾਂਦੇ ਵਾਹਨ ਜੇ ਆਪਸ ਵਿੱਚ ਖਹਿ ਜਾਣ ਤਾਂ ਵਾਹਨ ਸਵਾਰਾਂ ਦੀ ਅਕਸਰ ਆਪਸ ਵਿੱਚ ਲੜਾਈ ਹੋ ਜਾਂਦੀ ਹੈ ਅਤੇ ਦੋਵੇਂ ਇੱਕ ਦੂਜੇ ਦਾ ਕਤਲ ਤੱਕ ਕਰਨ ਤੱਕ ਜਾਂਦੇ ਹਨ।

ਅਜਿਹਾ ਕੁਝ ਵੇਖ ਕੇ ਵੱਖ ਵੱਖ ਬੁੱਧੀਜੀਵੀ ਸਵਾਲ ਕਰਦੇ ਹਨ ਕਿ ਸਮਾਜ ਹੁਣ ਕਿਹੜੇ ਪਾਸੇ ਤੁਰ ਪਿਆ ਹੈ? ਆਮ ਲੋਕਾਂ ਵਿੱਚ ਸ਼ਹਿਣਸ਼ਕਤੀ ਦੀ ਘਾਟ ਹੋ ਗਈ ਹੈ। ਕੁਝ ਵਿਦਵਾਨ ਕਹਿੰਦੇ ਹਨ ਕਿ ਪੰਜਾਬ ਵਿੱਚ ਨਸ਼ਾ ਪ੍ਰਚਲਿਤ ਹੋਣ ਕਾਰਨ ਅਕਸਰ ਨਸ਼ੇੜੀ ਲੋਕ ਆਪਸ ਵਿੱਚ ਲੜ ਪੈਂਦੇ ਹਨ ਪਰ ਕਈ ਵਾਰ ਤਾਂ ਪੜੇ ਲਿਖੇ ਅਤੇ ਸਿਆਣੇ ਸਮਝੇ ਜਾਂਦੇ ਲੋਕਾਂ ਨੂੰ ਵੀ ਆਪਸ ਵਿੱਚ ਲੜਾਈ ਝਗੜੇ ਕਰਦਿਆਂ ਵੇਖਿਆ ਜਾਂਦਾ ਹੈ। ਕਈ ਵਾਰ ਤਾਂ ਗਲੀਆਂ ਵਿੱਚ ਖੇਡ ਰਹੇ ਬੱਚਿਆਂ ਦੀ ਮਾਮੂਲੀ ਲੜਾਈ ਉਹਨਾਂ ਦੇ ਮਾਪਿਆਂ ਲਈ ਸਿਰ ਪਾੜਨ ਤੇ ਲੱਤਾਂ ਬਾਹਾਂ ਤੋੜਨ ਵਾਲੀ ਲੜਾਈ ਤੱਕ ਪਹੁੰਚ ਜਾਂਦੀ ਹੈ।

ਸਮਾਜ ਦੇ ਮੋਹਰੀ ਆਗੂਆਂ ਅਤੇ ਵੱਖ ਵੱਖ ਸੰਤਾਂ ਮਹਾਂਪੁਰਸ਼ਾਂ ਨੂੰ ਚਾਹੀਦਾ ਹੈ ਕਿ ਉਹ ਆਮ ਲੋਕਾਂ ਨੂੰ ਸਹਿਣਸ਼ੀਲ ਰਹਿਣ ਦਾ ਉਪਦੇਸ਼ ਦੇਣ ਅਤੇ ਹਰ ਇੱਕ ਵਿਅਕਤੀ ਨੂੰ ਸ਼ਾਂਤੀ ਰੱਖਣ ਦਾ ਪ੍ਰਵਚਨ ਦਿੱਤਾ ਜਾਵੇ ਤਾਂ ਕਿ ਸਮਾਜ ਨੂੰ ਸਹੀ ਦਿਸ਼ਾ ਵਿੱਚ ਅੱਗੇ ਲਿਆਂਦਾ ਜਾ ਸਕੇ।

ਬਿਊਰੋ

Continue Reading

Latest News

Trending