Connect with us

Editorial

ਵਿਦਿਆਰਥੀਆਂ ਨੂੰ ਚੰਗੇ ਨਾਗਰਿਕ ਬਣਨ ਦੇ ਰਾਹ ਪਾਉਂਦਾ ਹੈ ਅਧਿਆਪਕ

Published

on

 

ਕਿਸੇ ਸਿਆਣੇ ਨੇ ਸੱਚ ਹੀ ਕਿਹਾ ਹੈ ਕਿ ਗੁਰੂ ਬਿਨਾਂ ਗਤ ਨਹੀਂ ਤੇ ਸ਼ਾਹ ਬਿਨਾਂ ਪੱਤ ਨਹੀਂ। ਇੱਕ ਅਧਿਆਪਕ ਬਿਨਾਂ ਕਿਸੇ ਭੇਦ ਭਾਵ ਦੇ ਹਰੇਕ ਨੂੰ ਬਰਾਬਰ ਸਿੱਖਿਆ ਦਿੰਦਾ ਹੈ ਅਤੇ ਵਿਦਿਆਰਥੀਆਂ ਨੂੰ ਸਿਰਫ ਕਿਤਾਬੀ ਗਿਆਨ ਹੀ ਦਿੰਦਾ ਨਹੀਂ ਬਲਕਿ ਵਧੀਆ ਇਨਸਾਨ ਬਣਨ ਵਿੱਚ ਮਦਦ ਕਰਦਾ ਹੈ।

ਸਾਡੇ ਦੇਸ਼ ਵਿੱਚ ਹਰ ਸਾਲ ਸਾਰੇ ਅਧਿਆਪਕਾਂ ਦੇ ਸਨਮਾਨ ਵਿੱਚ 5 ਸਤੰਬਰ ਨੂੰ ਅਧਿਆਪਕ ਦਿਵਸ ਮਨਾਇਆ ਜਾਂਦਾ ਹੈ ਜੋ ਅਧਿਆਪਕ ਅਤੇ ਵਿਦਿਆਰਥੀ ਦੋਵਾਂ ਲਈ ਮਹੱਤਵਪੂਰਨ ਦਿਨ ਹੁੰਦਾ ਹੈ। ਇਸ ਦਿਨ ਸਰਕਾਰ ਦੁਆਰਾ ਮਹਾਨ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਜਾਂਦਾ ਹੈ। ਇਸ ਦਿਨ ਨੂੰ ਮਨਾਉਣ ਲਈ ਸਕੂਲਾਂ ਤੇ ਕਾਲਜਾਂ ਵਿੱਚ ਕਈ ਕਿਸਮ ਦੇ ਸਮਾਗਮ ਕੀਤੇ ਜਾਂਦੇ ਹਨ।

ਇਸਨੂੰ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾਕਟਰ ਸਰਵਪੱਲੀ ਰਾਧਾਕ੍ਰਿਸ਼ਨਨ ਦੇ ਜਨਮ ਦਿਵਸ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ। ਡਾਕਟਰ ਰਾਧਾਕ੍ਰਿਸ਼ਨਨ ਇੱਕ ਮਹਾਨ ਵਿਦਵਾਨ ਅਤੇ ਆਦਰਸ਼ ਅਧਿਆਪਕ ਸਨ। ਸਾਡੇ ਦੇਸ਼ ਵਿੱਚ 1962 ਵਿੱਚ ਪਹਿਲੀ ਵਾਰ ਅਧਿਆਪਕ ਦਿਵਸ ਮਨਾਇਆ ਗਿਆ ਸੀ।

ਅਧਿਆਪਕ ਦਿਵਸ ਮੌਕੇ ਅਧਿਆਪਕਾਂ ਨੂੰ ਆਤਮ ਮੰਥਨ ਕਰਨਾ ਚਾਹੀਦਾ ਹੈ ਕਿ ਇੱਕ ਅਧਿਆਪਕ ਦੇ ਕੀ ਫਰਜ ਹਨ ਅਤੇ ਇਹ ਵੀ ਸੋਚਣਾ ਚਾਹੀਦਾ ਹੈ ਕਿ ਅਧਿਆਪਕਾਂ ਅਤੇ ਵਿਦਿਆਰਥੀ ਦੇ ਆਪਸੀ ਰਿਸ਼ਤੇ ਨੂੰ ਸੁਹਾਵਣਾ ਬਣਾਈ ਰੱਖਣ ਲਈ ਹੋਰ ਕੀ ਕੀਤਾ ਜਾ ਸਕਦਾ ਹੈ। ਇਸੇ ਤਰ੍ਹਾਂ ਵਿਦਿਆਰਥੀਆਂ ਨੂੰ ਵੀ ਅਧਿਆਪਕਾਂ ਵਲੋਂ ਦਿੱਤੀ ਜਾਂਦੀ ਸਿਖਿਆ ਅਤੇ ਦੱਸੀਆਂ ਜਾਂਦੀਆਂ ਨੈਤਿਕ ਕਦਰਾਂ ਕੀਮਤਾਂ ਦੇ ਦਾਇਰੇ ਵਿੱਚ ਰਹਿ ਕੇ ਇੱਕ ਸੁਚੱਜੇ ਜੀਵਨ ਦੀ ਉਸਾਰੀ ਕਰਨੀ ਚਾਹੀਦੀ ਹੈ।

ਇੱਕ ਚੰਗਾ ਅਧਿਆਪਕ ਵਿਦਿਆਰਥੀਆਂ ਨੂੰ ਇਹਨਾਂ ਕਦਰਾਂ ਕੀਮਤਾਂ ਤੇ ਮੂਲ ਨਾਲ ਜਾਣੂ ਕਰਵਾਉਂਦਿਆਂ ਚੰਗੇ ਨਾਗਰਿਕ ਬਣਨ ਦੇ ਰਾਹ ਪਾਉਂਦਾ ਹੈ। ਸ਼ਾਇਦ ਇਸੇ ਲਈ ਕਿਹਾ ਗਿਆ ਹੈ ਕਿ ਅਧਿਆਪਕ ਇੱਕ ਮੋਮਬੱਤੀ ਦੀ ਤਰ੍ਹਾਂ ਆਉਂਦਾ ਹੈ ਜੋ ਆਪ ਜਲ ਕੇ ਵਿਦਿਆਰਥੀਆਂ ਦਾ ਜੀਵਨ ਰੌਸ਼ਨ ਕਰਦਾ ਹੈ।

ਆਸ਼ਾ ਰਾਣੀ

ਪ੍ਰਿੰਸੀਪਲ

ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ

ਸੈਕਟਰ 37 ਡੀ

 

Continue Reading

Editorial

ਬੇਰੁਜਗਾਰੀ ਤੇ ਕਾਬੂ ਕਰਨ ਲਈ ਨੌਜਵਾਨਾਂ ਨੂੰ ਸਵੈ ਰੁਜਗਾਰ ਲਈ ਲੋੜੀਂਦੇ ਸਾਧਨ ਦੇਵੇ ਸਰਕਾਰ

Published

on

By

 

 

ਲਗਾਤਾਰ ਵੱਧਦੀ ਬੇਰੁਜਗਾਰੀ ਸਾਡੇ ਦੇਸ਼ ਦੀ ਸਭਤੋਂ ਵੱਡੀ ਸਮੱਸਿਆ ਬਣੀ ਹੋਈ ਹੈ ਅਤੇ ਦੇਸ਼ ਵਿੱਚ ਕਰੋੜਾਂ ਦੀ ਗਿਣਤੀ ਵਿੱਚ ਨੌਜਵਾਨ ਬੇਰੁਜਗਾਰ ਹਨ। ਹਾਲਾਤ ਇਹ ਹਨ ਕਿ ਬੇਰੁਜਗਾਰੀ ਦਾ ਅੰਕੜਾ ਆਪਣੇ ਸ਼ਿਖਰ ਤੇ ਪਹੁੰਚ ਚੁੱਕਿਆ ਹੈ। ਇਸ ਦੌਰਾਨ ਆਪਣੇ ਤੀਜੇ ਕਾਰਜਕਾਲ ਦਾ ਪਹਿਲਾ ਸਾਲ ਪੂਰਾ ਕਰਨ ਵੱਲ ਵੱਧ ਰਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਦਾਅਵਿਆਂ ਵਿੱਚ ਦੇਸ਼ ਦੇ ਬੇਰੁਜਗਾਰ ਨੌਜਵਾਨਾਂ ਨੂੰ ਭਾਵੇਂ ਹਰ ਸਾਲ 2 ਕਰੋੜ ਰੁਜਗਾਰ ਮੁਹਈਆ ਕਰਵਾਏ ਜਾਂਦੇ ਰਹੇ ਹਨ ਪਰੰਤੂ ਇਹ ਨੌਕਰੀਆਂ ਕਦੋਂ, ਕਿੱਥੇ ਅਤੇ ਕਿਸ ਨੂੰ ਮਿਲਦੀਆਂ ਰਹੀਆਂ ਹਨ, ਇਸਦੀ ਜਾਣਕਾਰੀ ਸ਼ਾਇਦ ਖੁਦ ਕੇਂਦਰ ਸਰਕਾਰ ਕੋਲ ਵੀ ਨਹੀਂ ਹੈ।

ਜਮੀਨੀ ਹਾਲਾਤ ਇਹ ਹਨ ਕਿ ਪਿਛਲੇ 11 ਸਾਲਾਂ ਦੌਰਾਨ ਕੇਂਦਰ ਸਰਕਾਰ ਵਲੋਂ ਦਿੱਤੇ ਜਾਣ ਵਾਲੇ ਰੁਜਗਾਰ (ਸਰਕਾਰੀ ਨੌਕਰੀਆਂ) ਵਿੱਚ ਵੀ ਵੱਡੀ ਕਟੌਤੀ ਕੀਤੀ ਜਾਂਦੀ ਰਹੀ ਹੈ ਅਤੇ ਸਰਕਾਰ ਵੀ ਮੰਨਦੀ ਹੈ ਕਿ ਪਿਛਲੇ ਸਾਲਾਂ ਦੌਰਾਨ ਕੇਂਦਰ ਸਰਕਾਰ ਵਲੋਂ ਭਰੇ ਜਾਣ ਵਾਲੇ ਅਹੁਦਿਆਂ ਵਿੱਚੋਂ ਜਿੱਥੇ ਹਜਾਰਾਂ ਦੀ ਗਿਣਤੀ ਵਿੱਚ ਅਹੁਦੇ ਖਤਮ ਕੀਤੇ ਜਾ ਚੁੱਕੇ ਹਨ ਉੱਥੇ ਸਮੇਂ ਤੇ ਭਰਤੀਨਾ ਹੋਣ ਕਾਰਨ ਵੱਡੀ ਗਿਣਤੀ ਅਹੁਦੇ ਖਾਲੀ ਪਏ ਹਨ। ਇਸ ਕਾਰਨ ਬੇਰਜਗਾਰੀ ਦੀ ਲਗਾਤਾਰ ਵੱਧਦੀ ਸਮੱਸਿਆ ਹੋਰ ਵਧੀ ਹੈ।

ਪਿਛਲੇ 11 ਸਾਲਾਂ ਤੋਂ ਦੇਸ਼ ਦੀ ਸੱਤਾ ਸੰਭਾਲ ਰਹੀ ਮੋਦੀ ਸਰਕਾਰ ਵਲੋਂ ਪਹਿਲਾਂ ਦੇਸ਼ ਵਿੱਚ ਲਾਗੂ ਕੀਤੇ ਗਏ ਨੋਟਬੰਦੀ ਅਤੇ ਜੀ ਐਸ ਟੀ ਦੇ ਫੈਸਲਿਆਂ ਦਾ ਵੀ ਅਰਥਵਿਵਸਥਾ ਤੇ ਨਾਂਹਪੱਖੀ ਅਸਰ ਪਿਆ ਸੀ ਅਤੇ ਇਸ ਦੌਰਾਨ ਵੱਡੀ ਗਿਣਤੀ ਲੋਕਾਂ ਦਾ ਰੁਜਗਾਰ ਜਾਂਦਾ ਰਿਹਾ ਸੀ। ਬਾਕੀ ਦੀ ਕਸਰ ਕੋਰੋਨਾ ਦੀ ਮਹਾਮਾਰੀ ਕਾਰਨ ਆਈ ਭਾਰੀ ਆਰਥਿਕ ਤਬਾਹੀ ਨਾਲ ਪੂਰੀ ਹੋ ਗਈ ਸੀ। ਇਸ ਦੌਰਾਨ ਦੇਸ਼ ਦੇ ਨਿੱਜੀ ਖੇਤਰ ਵਿੱਚ ਹਾਲਾਤ ਵੀ ਚੰਗੇ ਨਹੀਂ ਹਨ ਅਤੇ ਦੇਸ਼ ਦੀਆਂ ਜਿਆਦਾਤਰ ਵੱਡੀਆਂ ਕੰਪਨੀਆਂ ਵੀ ਨਵੀਂ ਭਰਤੀ ਕਰਨ ਦੀ ਥਾਂ ਉਲਟਾ ਪੁਰਾਣੇ ਕਰਮਚਾਰੀਆਂ ਦੀ ਛਾਂਟੀ ਕਰਦੀਆਂ ਰਹੀਆਂ ਹਨ। ਇਸ ਦੌਰਾਨ ਨੌਕਰੀਆਂ ਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਮਾਰ ਵੀ ਪੈਣ ਲੱਗ ਗਈ ਹੈ ਅਤੇ ਕਈ ਵੱਡੀਆਂ ਕੰਪਨੀਆਂ ਆਪਣੇ ਕਰਮਚਾਰੀਆਂ ਦੀ ਛਾਂਟੀ ਕਰਨ ਦੇ ਰਾਹ ਤੁਰ ਪਈਆਂ ਹਨ ਅਤੇ ਜਿਹਨਾਂ ਲੋਕਾਂ ਦਾ ਰੁਜਗਾਰ ਬਚਿਆ ਹੈ ਉਹਨਾਂ ਨੂੰ ਵੀ ਪਹਿਲਾਂ ਦੇ ਮੁਕਾਬਲੇ ਘੱਟ ਤਨਖਾਹ ਤੇ ਕੰਮ ਕਰਨਾ ਪੈ ਰਿਹਾ ਹੈ।

ਕੇਂਦਰ ਸਰਕਾਰ ਵਲੋਂ ਭਾਵੇਂ ਲਗਾਤਾਰ ਦਾਅਵਾ ਕੀਤਾ ਜਾਂਦਾ ਰਿਹਾ ਹੈ ਕਿ ਉਸ ਵਲੋਂ ਮੁਦਰਾ ਅਤੇ ਸਟਾਰਟਅਪ ਇੰਡੀਆ ਯੋਜਨਾ ਰਾਂਹੀ ਨੌਜਵਾਨਾਂ ਨੂੰ ਸਵੈਰੁਜਗਾਰ ਤੇ ਮੌਕੇ ਮੁਹਈਆ ਕਰਵਾਏ ਜਾ ਰਹੇ ਹਨ, ਪਰੰਤੂ ਸਰਕਾਰ ਦੇ ਇਹਨਾਂ ਦਾਅਵਿਆਂ ਅਤੇ ਜਮੀਨੀ ਹਕੀਕਤ ਵਿੱਚ ਵੱਡਾ ਫਰਕ ਹੈ। ਅਸਲੀਅਤ ਇਹੀ ਹੈ ਕਿ ਸਰਕਾਰ ਦੇ ਤਮਾਮ ਦਾਅਵਿਆਂ ਦੇ ਬਾਵਜੂਦ ਦੇਸ਼ ਵਿੱਚ ਬੇਰੁਜਗਾਰ ਹੋਣ ਵਾਲੇ ਲੋਕਾਂ ਦੀ ਗਿਣਤੀ ਲਗਾਤਾਰ ਵੱਧਦੀ ਹੀ ਜਾ ਰਹੀ ਹੈ ਅਤੇ ਖੁਦ ਕੇਂਦਰ ਸਰਕਾਰ ਦੇ ਅਕੰੜਿਆਂ ਅਨੁਸਾਰ ਦੇਸ਼ ਦੀ ਬੇਰੁਜਗਾਰੀ ਦਰ ਦਾ ਅੰਕੜਾ ਪਿਛਲੇ 50 ਸਾਲਾਂ ਦਾ ਰਿਕਾਰਡ ਤੋੜਣ ਵੱਲ ਵੱਧ ਰਿਹਾ ਹੈ।

ਇਹ ਵੀ ਇੱਕ ਵੱਡਾ ਕਾਰਨ ਹੈ ਕਿ ਦੇਸ਼ ਵਿੱਚੋਂ ਹਰ ਸਾਲ ਲੱਖਾਂ ਦੀ ਗਿਣਤੀ ਵਿੱਚ ਨੌਜਵਾਨ ਵਿਸ਼ਵ ਦੇ ਹੋਰਨਾਂ ਦੇਸ਼ਾਂ ਵੱਲ ਪ੍ਰਵਾਸ ਕਰਨ ਲਈ ਮਜਬੂਰ ਹੁੰਦੇ ਹਨ। ਲਗਾਤਾਰ ਵੱਧਦੀ ਬੇਰੁਜਗਾਰੀ ਦੀ ਇਹ ਸਮਸਿਆ ਕਈ ਹੋਰ ਸਮਾਜਿਕ ਆਰਥਿਕ ਸਮੱਸਿਆਵਾਂ ਦਾ ਵੀ ਕਾਰਨ ਬਣ ਰਹੀ ਹੈ ਜਿਸ ਨਾਲ ਸਮਾਜ ਦਾ ਹਰ ਤਬਕਾ ਪ੍ਰਭਾਵਿਤ ਹੁੰਦਾ ਹੈ ਅਤੇ ਇਸ ਸਮੱਸਿਆ ਨੂੰ ਨੌਜਵਾਨਾਂ ਲਈ ਰੁਜਗਾਰ ਦੇ ਨਵੇਂ ਮੌਕੇ ਸਿਰਜਣ ਨਾਲ ਹੀ ਹਲ ਕੀਤਾ ਜਾ ਸਕਦਾ ਹੈ। ਇਸ ਵਾਸਤੇ ਜਿੱਥੇ ਦੇਸ਼ ਦੇ ਨੌਜਵਾਨਾਂ ਨੂੰ ਸਵੈਰੁਜਗਾਰ ਵਾਸਤੇ ਉਤਸਾਹਿਤ ਕਰਕੇ ਅਤੇ ਉਹਨਾਂ ਵਾਸਤੇ ਲੋੜੀਂਦੀ ਸਿਖਲਾਈ ਦਾ ਪ੍ਰਬੰਧ ਕੀਤਾ ਜਾਣਾ ਚਾਹੀਦਾ ਹੈ, ਉੱਥੇ ਉਹਨਾਂ ਨੂੰ ਲੋੜੀਂਦੀ ਪੂੰਜੀ ਅਤੇ ਹੋਰ ਸਹੂਲਤਾਂ ਵੀ ਮੁਹਈਆ ਕਰਵਾਈਆਂ ਜਾਣੀਆ ਚਾਹੀਦੀਆਂ ਹਨ ਤਾਂ ਜੋ ਉਹ ਆਪਣਾ ਖੁਦ ਦਾ ਕੋਈ ਕੰਮ ਧੰਦਾ ਆਰੰਭ ਕਰਕੇ ਆਪਣ ਖੁਦ ਵਾਸਤੇ ਰੁਜਗਾਰ ਪੈਦਾ ਕਰਨ ਦੇ ਨਾਲ ਨਾਲ ਹੋਰਨਾਂ ਲੋਕਾਂ ਨੂੰ ਰੁਜਗਾਰ ਦੇਣ ਦੇ ਵੀ ਸਮਰਥ ਹੋਣ।

ਕੇਂਦਰ ਅਤੇ ਰਾਜ ਸਰਕਾਰਾਂ ਦੀ ਜਿੰਮੇਵਾਰੀ ਬਣਦੀ ਹੈ ਕਿ ਉਹ ਨੌਜਵਾਨਾਂ ਨੂੰ ਰੁਜਗਾਰ ਦੇ ਬਿਹਤਰ ਮੌਕੇ ਮੁਹਈਆ ਕਰਵਾਉਣ ਲਈ ਲੋੜੀਂਦੇ ਕਦਮ ਚੁੱਕਣ ਅਤੇ ਉਹਨਾਂ ਨੂੰ ਸਵੈ ਰੁਜਗਾਰ ਲਈ ਹੱਲਾਸ਼ੇਰੀ ਦੇਣ। ਇਸ ਵਾਸਤੇ ਜਿੱਥੇ ਨਵਾਂ ਕੰਮ ਆਰੰਭ ਕਰਨ ਵਾਲਿਆਂ ਨੂੰ ਵਿਸ਼ੇਸ਼ ਸਹੂਲਤਾਂ ਅਤੇ ਛੋਟਾਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ ਉੱਥੇ ਉਹਨਾਂ ਵਾਸਤੇ ਲੋੜੀਂਦੀ ਪੂੰਜੀ ਦਾ ਵੀ ਪ੍ਰਬੰਧ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਸਾਡੇ ਨੌਜਵਾਨ ਆਪਣੇ ਨਾਲ ਨਾਲ ਹੋਰਨਾਂ ਲਈ ਵੀ ਰੁਜਗਾਰ ਪੈਦਾ ਕਰਕੇ ਬੇਰੁਜਗਾਰੀ ਦੀ ਇਸ ਲਗਾਤਾਰ ਵੱਧਦੀ ਸਮੱਸਿਆ ਤੇ ਕਾਬੂ ਕਰਨ ਵਿੱਚ ਮਦਦਗਾਰ ਹੋਣ।

 

Continue Reading

Editorial

ਲਗਾਤਾਰ ਵੱਧ ਰਹੀ ਮਹਿੰਗਾਈ ਤੇ ਕਾਬੂ ਪਾਉਣ ਵਿੱਚ ਨਾਕਾਮ ਹਨ ਸਰਕਾਰਾਂ

Published

on

By

 

ਨਵਾਂ ਸਾਲ 2025 ਸ਼ੁਰੂ ਹੋਣ ਸਮੇਂ ਭਾਰਤ ਦੇ ਵਸਨੀਕਾਂ ਨੂੰ ਆਸ ਸੀ ਕਿ ਕੇਂਦਰ ਸਰਕਾਰ ਅਤੇ ਰਾਜ ਸਰਕਾਰਾਂ ਮਹਿੰਗਾਈ ਘੱਟ ਕਰਨ ਲਈ ਕੁਝ ਠੋਸ ਫੈਸਲੇ ਕਰਕੇ ਨਵੇਂ ਸਾਲ ਮੌਕੇ ਆਮ ਲੋਕਾਂ ਨੂੰ ਮਹਿੰਗਾਈ ਘੱਟ ਕਰਨ ਦਾ ਤੋਹਫਾ ਦੇਣਗੀਆਂ ਪਰ ਨਵਾਂ ਸਾਲ ਸ਼ੁਰੂ ਹੋਏ ਨੂੰ ਅੱਧਾ ਮਹੀਨਾ ਬੀਤ ਗਿਆ ਹੈ ਨਾ ਤਾਂ ਕੇਂਦਰ ਸਰਕਾਰ ਨੇ ਮਹਿੰਗਾਈ ਘੱਟ ਕਰਨ ਲਈ ਕੋਈ ਉਪਰਾਲਾ ਕੀਤਾ ਹੈ ਤੇ ਨਾ ਹੀ ਰਾਜ ਸਰਕਾਰਾਂ ਨੇ ਮਹਿੰਗਾਈ ਨੂੰ ਘੱਟ ਕਰਨ ਲਈ ਕੁਝ ਕੀਤਾ ਹੈ। ਉਲਟਾ ਹਾਲਾਤ ਇਹ ਹਨ ਕਿ ਕੇਂਦਰ ਸਰਕਾਰ ਅਤੇ ਵੱਖ-ਵੱਖ ਰਾਜਾਂ ਦੀਆਂ ਸਰਕਾਰਾਂ ਮਹਿੰਗਾਈ ਵਿੱਚ ਵਾਧੇ ਲਈ ਜਾਂ ਤਾਂ ਇੱਕ ਦੂਜੇ ਨੂੰ ਜਿੰਮੇਵਾਰ ਦੱਸਦੀਆਂ ਹਨ ਜਾਂ ਫਿਰ ਚੁੱਪੀ ਵੱਟ ਲੈਂਦੀਆਂ ਹਨ।

ਲਗਾਤਾਰ ਵੱਧਦੀ ਮਹਿੰਗਾਈ ਦਾ ਹਾਲ ਇਹ ਹੈ ਕਿ ਇਸ ਵਿੱਚ ਹਰ ਦਿਨ ਵਾਧਾ ਹੋ ਰਿਹਾ ਹੈ, ਜਿਸ ਕਾਰਨ ਆਮ ਲੋਕਾਂ ਦਾ ਘਰੇਲੂ ਬਜਟ ਬੁਰੀ ਤਰ੍ਹਾਂ ਗੜਬੜਾ ਗਿਆ ਹੈ। ਆਮ ਲੋਕਾਂ ਦੀ ਆਮਦਨੀ ਪਹਿਲਾਂ ਵਾਲੀ ਹੀ ਹੈ ਪਰ ਦਿਨੋਂ ਦਿਨ ਵੱਧ ਰਹੀ ਮਹਿੰਗਾਈ ਕਾਰਨ ਖਰਚੇ ਬਹੁਤ ਵੱਧ ਰਹੇ ਹਨ, ਜਿਸ ਕਾਰਨ ਆਮ ਲੋਕਾਂ ਨੂੰ ਗੁਜਾਰਾ ਕਰਨਾ ਤਕ ਮੁਸ਼ਕਿਲ ਹੋ ਗਿਆ ਹੈ।

ਸਰਦੀਆਂ ਦੇ ਇਸ ਮੌਸਮ ਵਿੱਚ ਆਮ ਲੋਕ ਅਕਸਰ ਡਰਾਈ ਫਰੂਟ ਖਾਣਾ ਪਸੰਦ ਕਰਦੇ ਹਨ ਪਰ ਡਰਾਈ ਫਰੂਟ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਹੋਣ ਕਾਰਨ ਇਹ ਬਹੁਤ ਮਹਿੰਗੇ ਹੋ ਗਏ ਹਨ ਅਤੇ ਆਮ ਲੋਕਾਂ ਦੀ ਪਹੁੰਚ ਤੋਂ ਦੂਰ ਹੋ ਗਏ ਹਨ। ਦੂੁਜੇ ਪਾਸੇ ਫਲਾਂ ਸਬਜੀਆਂ ਦੇ ਹਰ ਦਿਨ ਭਾਅ ਵੱਧ ਰਹੇ ਹਨ, ਜਿਸ ਕਾਰਨ ਦੋ ਵਕਤ ਦੀ ਰੋਟੀ ਲਈ ਵੀ ਲੋਕਾਂ ਨੂੰ ਬਹੁਤ ਪੈਸੇ ਖਰਚਣੇ ਪੈ ਰਹੇ ਹਨ। ਆਮ ਲੋਕ ਅਕਸਰ ਕਹਿੰਦੇ ਹਨ ਕਿ ਜਿੰਨੇ ਪੈਸਿਆਂ ਵਿੱਚ ਪਹਿਲਾਂ ਦਸ ਸਬਜੀਆਂ ਆ ਜਾਂਦੀਆਂ ਸਨ, ਓਨੇ ਹੀ ਪੈਸਿਆਂ ਵਿੱਚ ਹੁਣ ਸਿਰਫ ਦੋ ਤਿੰਨ ਸਬਜੀਆਂ ਹੀ ਆਉਂਦੀਆਂ ਹਨ।

ਇਸ ਤੋਂ ਇਲਾਵਾ ਕਪੜੇ ਅਤੇ ਹੋਰ ਜਰੂਰੀ ਸਮਾਨ ਵੀ ਬਹੁਤ ਮਹਿੰਗਾ ਹੋ ਗਿਆ ਹੈ ਅਤੇ ਰੋਜਾਨਾ ਵਰਤੋਂ ਦੀ ਸਭਤੋਂ ਜਰੂਰੀ ਵਸਤੂ ਆਟਾ ਵੀ ਬਹੁਤ ਮਹਿੰਗਾ ਹੋ ਗਿਆ ਹੈ। ਆਮ ਲੋਕਾਂ ਨੂੰ ਸਮਝ ਨਹੀਂ ਲੱਗ ਰਹੀ ਕਿ ਇੱਕ ਪਾਸੇ ਤਾਂ ਕਿਸਾਨ ਕਣਕ ਦਾ ਮੁੱਲ ਘੱਟ ਮਿਲਣ ਦਾ ਰੌਲਾ ਪਾਉਂਦੇ ਹਨ, ਦੂਜੇ ਪਾਸੇ ਕਣਕ ਦਾ ਆਟਾ ਦਿਨੋਂ ਦਿਨ ਮਹਿੰਗਾ ਹੋ ਰਿਹਾ ਹੈ। ਜੇਕਰ ਕਿਸਾਨਾਂ ਨੂੰ ਕਣਕ ਦਾ ਮੁੱਲ ਪੂਰਾ ਨਹੀਂ ਮਿਲਦਾ ਤਾਂ ਆਟਾ ਮਹਿੰਗਾ ਹੋਣ ਦਾ ਲਾਭ ਕਿਸ ਨੂੰ ਹੋ ਰਿਹਾ ਹੈ।

ਅਸਲ ਵਿੱਚ ਹਰ ਪਾਸੇ ਪੂੰਜੀਵਾਦ ਆ ਗਿਆ ਹੈ ਅਤੇ ਕੇਂਦਰ ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਕਾਰਨ ਕਾਰਪੋਰੇਟ ਜਗਤ ਆਮ ਲੋਕਾਂ ਦੇ ਘਰਾਂ ਤੱਕ ਪਹੁੰਚ ਗਿਆ ਹੈ। ਇਸੇ ਕਾਰਨ ਹਰ ਸਮਾਨ ਮਹਿੰਗਾ ਹੋ ਰਿਹਾ ਹੈ। ਅਖਬਾਰਾਂ ਵਿੱਚ ਅਕਸਰ ਹੀ ਰਾਜ ਸਰਕਾਰਾਂ ਜਾਂ ਕੇਂਦਰ ਸਰਕਾਰ ਦੇ ਇਸ਼ਤਿਹਾਰ ਦਿਖਾਈ ਦਿੰਦੇ ਹਨ, ਜਿਹਨਾਂ ਵਿੱਚ ਉਹਨਾਂ ਸਰਕਾਰਾਂ ਵੱਲੋਂ ਆਪਣੀਆਂ ਪ੍ਰਾਪਤੀਆਂ ਬਾਰੇ ਦੱਸਿਆ ਹੁੰਦਾ ਹੈ ਪਰ ਮਹਿੰਗਾਈ ਨੂੰ ਘੱਟ ਕਰਨ ਦੀ ਗੱਲ ਕੋਈ ਵੀ ਸਰਕਾਰ ਨਹੀਂ ਕਰਦੀ, ਜਿਸ ਕਾਰਨ ਆਮ ਲੋਕਾਂ ਨੂੰ ਸਮਝ ਨਹੀਂ ਆਉਂਦੀ ਕਿ ਉਹ ਆਪਣੀ ਦਰਦ ਭਰੀ ਕਹਾਣੀ ਕਿਸ ਸਰਕਾਰ ਨੂੰ ਸੁਣਾਉਣ।

ਜੇਕਰ ਸੱਤਾਧਾਰੀ ਪਾਰਟੀ ਦੇ ਆਗੂਆਂ ਨੂੰ ਮਹਿੰਗਾਈ ਵਿੱਚ ਵਾਧੇ ਬਾਰੇ ਸਵਾਲ ਕੀਤਾ ਜਾਂਦਾ ਤਾਂ ਅਕਸਰ ਸੱਤਾਧਾਰੀ ਆਗੂਆਂ ਦਾ ਜਵਾਬ ਹੁੰਦਾ ਹੈ ਕਿ ਕੈਨੇਡਾ ਅਤੇ ਅਮਰੀਕਾ ਵਿੱਚ ਵੀ ਤਾਂ ਮਹਿੰਗਾਈ ਵੱਧ ਰਹੀ ਹੈ। ਹੈਰਾਨੀ ਦੀ ਗੱਲ ਹੈ ਕਿ ਕਿਸੇ ਵੀ ਸੱਤਾਧਾਰੀ ਧਿਰ ਜਾਂ ਸਰਕਾਰ ਕੋਲ ਮਹਿੰਗਾਈ ਨੂੰ ਘੱਟ ਕਰਨ ਦਾ ਕੋਈ ਠੋਸ ਪ੍ਰੋਗਰਾਮ ਜਾਂ ਨੀਤੀ ਨਹੀਂ ਹੈ, ਜਿਸ ਕਾਰਨ ਮਹਿੰਗਾਈ ਦਿਨੋਂ ਦਿਨ ਬੇਲਗਾਮ ਹੋ ਰਹੀ ਹੈ।

ਵੱਖ ਵੱਖ ਸਿਆਸੀ ਪਾਰਟੀਆਂ ਵੀ ਮਹਿੰਗਾਈ ਤੇ ਮੁੱਦੇ ਤੇ ਅਕਸਰ ਖਾਮੋਸ਼ ਰਹਿੰਦੀਆਂ ਹਨ। ਸਿਆਸੀ ਪਾਰਟੀਆਂ ਨੂੰ ਵੀ ਆਮ ਲੋਕਾਂ ਦੇ ਮੁੱਦੇ ਸਿਰਫ ਚੋਣਾਂ ਵੇਲੇ ਯਾਦ ਆਉਂਦੇ ਹਨ ਅਤੇ ਚੋਣਾਂ ਤੋਂ ਬਾਅਦ ਇਹਨਾਂ ਮੁੱਦਿਆਂ ਨੂੰ ਲਮਕ ਬਸਤੇ ਵਿੱਚ ਪਾ ਦਿੱਤਾ ਜਾਂਦਾ ਹੈ। ਜਦੋਂ ਆਮ ਲੋਕ ਦੁਕਾਨਦਾਰਾਂ ਨੂੰ ਸਮਾਨ ਮਹਿੰਗਾ ਹੋਣ ਦੀ ਗੱਲ ਕਰਦੇ ਹਨ ਤਾਂ ਦੁਕਾਨਦਾਰਾਂ ਦਾ ਕਹਿਣਾ ਹੁੰਦਾ ਹੈ ਕਿ ਸਮਾਨ ਪਿਛੋਂ ਹੀ ਮਹਿੰਗਾ ਹੋ ਕੇ ਆਇਆ ਹੈ।

ਮਹਿੰਗਾਈ ਦਾ ਸਭ ਤੋਂ ਜਿਆਦਾ ਅਸਰ ਦਵਾਈਆਂ ਤੇ ਪਿਆ ਹੈ। ਪਿਛਲੇ ਸਾਲਾਂ ਦੌਰਾਨ ਜਰੂਰੀ ਦਵਾਈਆਂ ਦੀਆਂ ਕੀਮਤਾਂ ਵਿੱਚ ਵੀ ਇੰਨਾ ਵਾਧਾ ਹੋ ਗਿਆ ਹੈ ਕਿ ਆਮ ਲੋਕਾਂ ਨੂੰ ਹੁਣ ਆਮ ਦਵਾਈ ਵੀ ਕਾਫੀ ਮਹਿੰਗੇ ਭਾਅ ਮਿਲ ਰਹੀ ਹੈ। ਡਾਕਟਰਾਂ ਦੀਆਂ ਫੀਸਾਂ, ਹਸਪਤਾਲ ਦੇ ਖਰਚੇ, ਮਹਿੰਗੀਆਂ ਦਵਾਈਆਂ ਕਾਰਨ ਆਮ ਲੋਕਾਂ ਨੂੰ ਇਲਾਜ ਕਰਵਾਉਣਾ ਬਹੁਤ ਮੁਸ਼ਕਿਲ ਹੋ ਗਿਆ ਹੈ।

ਮਹਿੰਗਾਈ ਤੋਂ ਇਸ ਸਮੇਂ ਹਰ ਵਰਗ ਪ੍ਰੇਸ਼ਾਨ ਹੈ ਪਰ ਕੋਈ ਵੀ ਵਰਗ ਮਹਿੰਗਾਈ ਵਿੱਚ ਵਾਧੇ ਵਿਰੁਧ ਸੰਘਰਸ਼ ਨਹੀਂ ਕਰ ਰਿਹਾ। ਹੁਣ ਕਿਸਾਨ ਅੰਦੋਲਨ ਚਲਦਾ ਹੋਣ ਕਾਰਨ ਕੁਝ ਲੋਕਾਂ ਨੂੰ ਆਸ ਬਣੀ ਹੈ ਕਿ ਸ਼ਾਇਦ ਕਿਸਾਨ ਆਗੂ ਦੇਸ਼ ਵਿੱਚ ਦਿਨੋਂ ਦਿਨ ਵੱਧ ਰਹੀ ਮਹਿੰਗਾਈ ਵਿਰੁੱਧ ਵੀ ਅੰਦੋਲਨ ਕਰਨ ਤਾਂ ਕਿ ਕੌੜੀ ਵੇਲ ਵਾਂਗ ਵੱਧ ਰਹੀ ਮਹਿੰਗਾਈ ਨੂੰ ਕਾਬੂ ਕੀਤਾ ਜਾ ਸਕੇ।

ਬਿਊਰੋ

Continue Reading

Editorial

ਕੀ ਦਿੱਲੀ ਵਿਧਾਨ ਸਭਾ ਚੋਣਾਂ ਤੇ ਕੋਈ ਪ੍ਰਭਾਵ ਪਾ ਸਕੇਗਾ ਕਿਸਾਨ ਅੰਦੋਲਨ?

Published

on

By

 

ਦਿੱਲੀ ਵਿੱਚ 5 ਫਰਵਰੀ 2025 ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਅਮਲ ਚਲ ਰਿਹਾ ਹੈ ਅਤੇ ਸਾਰੀਆਂ ਹੀ ਸਿਆਸੀ ਪਾਰਟੀਆਂ ਵੱਲੋਂ ਆਪੋ ਆਪਣੇ ਉਮੀਦਵਾਰਾਂ ਦਾ ਐਲਾਨ ਕਰਨ ਦੇ ਨਾਲ ਹੀ ਚੋਣ ਪ੍ਰਚਾਰ ਭਖਾ ਦਿੱਤਾ ਗਿਆ ਹੈ। ਇਸ ਦੌਰਾਨ ਪੰਜਾਬ ਹਰਿਆਣਾ ਦੀ ਹੱਦ ਤੇ ਕਿਸਾਨ ਅੰਦੋਲਨ ਵੀ ਚੱਲ ਰਿਹਾ ਹੈ ਅਤੇ ਕਿਸਾਨਾਂ ਵੱਲੋਂ ਸ਼ੰਭੂ ਬੈਰੀਅਰ ਨੇੜੇ ਅਤੇ ਖਨੌਰੀ ਬਾਰਡਰ ਨੇੜੇ ਧਰਨੇ ਲਗਾਏ ਹੋਏ ਹਨ। ਕਿਸਾਨਾਂ ਵੱਲੋਂ ਸ਼ਾਂਤੀਪੂੁਰਨ ਢੰਗ ਨਾਲ ਦਿੱਲੀ ਜਾਣ ਦਾ ਯਤਨ ਕੀਤਾ ਜਾ ਰਿਹਾ ਹੈ ਪਰ ਹਰਿਆਣਾ ਸਰਕਾਰ ਨੇ ਪੱਕੀਆਂ ਰੋਕਾਂ ਲਗਾ ਕੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਿਆ ਹੋਇਆ ਹੈ। ਹੁਣ ਸਵਾਲ ਇਹ ਪੈਦਾ ਹੁੰਦਾ ਹੈ ਕਿ ਕੀ ਦਿੱਲੀ ਵਿਧਾਨ ਸਭਾ ਚੋਣਾਂ ਤੇ ਕਿਸਾਨ ਅੰਦੋਲਨ ਕੋਈ ਪ੍ਰਭਾਵ ਪਾ ਸਕੇਗਾ?

ਜੇਕਰ ਦਿੱਲੀ ਦੀ ਸਿਆਸੀ ਸਥਿਤੀ ਦੀ ਗੱਲ ਕੀਤੀ ਜਾਵੇ ਤਾਂ ਦਿੱਲੀ ਦੀ 70 ਮੈਂਬਰੀ ਵਿਧਾਨ ਸਭਾ ਲਈ ਮੁੱਖ ਮੁਕਾਬਲਾ ਭਾਵੇਂ ਆਪ, ਭਾਜਪਾ, ਕਾਂਗਰਸ ਦਰਮਿਆਨ ਹੈ, ਪਰ ਬਸਪਾ, ਸਪਾ ਆਦਿ ਹੋਰ ਛੋਟੀਆਂ ਸਿਆਸੀ ਪਾਰਟੀਆਂ ਵੀ ਆਪੋ ਆਪਣੀ ਹੋਂਦ ਰੱਖਦੀਆਂ ਹਨ। ਇਸ ਤੋਂ ਇਲਾਵਾ ਅਨੇਕਾਂ ਆਜ਼ਾਦ ਉਮੀਦਵਾਰ ਵੀ ਚੋਣ ਮੈਦਾਨ ਵਿੱਚ ਹਨ।

ਦਿੱਲੀ ਦੇ ਵੋਟਰ ਸਦਾ ਅਚੰਭੇ ਕਰਨ ਲਈ ਜਾਣੇ ਜਾਂਦੇ ਹਨ। 2014 ਵਿੱਚ ਭਾਜਪਾ ਨੂੰ ਦਿੱਲੀ ਦੇ ਵੋਟਰਾਂ ਨੇ ਪਾਰਲੀਮੈਂਟ ਵਿੱਚ ਵੱਡੀ ਜਿੱਤ ਦਿੱਤੀ ਅਤੇ ਸਾਲ ਦੇ ਵਿੱਚ ਵਿੱਚ ਹੀ ਜਦੋਂ ਫਰਵਰੀ 2015 ਵਿੱਚ ਵਿਧਾਨ ਸਭਾ ਚੋਣਾਂ ਹੋਈਆਂ, ‘ਆਪ’ ਨੇ ਭਾਜਪਾ ਨੂੰ ਕਰਾਰੀ ਹਾਰ ਦਿੱਤੀ। 2019 ਵਿੱਚ ਭਾਜਪਾ ਪਾਰਲੀਮੈਂਟ ਚੋਣਾਂ, ਦਿੱਲੀ ਵਿੱਚ ਫਿਰ ਜਿੱਤ ਗਈ, ਪਰ ਫਰਵਰੀ 2020 ਵਿੱਚ ਫਿਰ ਆਪ ਕੋਲੋਂ ਵਿਧਾਨ ਸਭਾ ਚੋਣਾਂ ਵਿੱਚ ਬੁਰੀ ਤਰ੍ਹਾਂ ਹਾਰ ਗਈ, ਹੁਣ ਵੀ ਭਾਵੇਂ ਦਿੱਲੀ ਵਿੱਚ ਤਿਕੋਨੀ ਟੱਕਰ ਹੈ, ਪਰ ਮੁੱਖ ਮੁਕਾਬਲਾ ਭਾਜਪਾ ਅਤੇ ਆਪ ਵਿਚਕਾਰ ਹੈ।

ਦਿੱਲੀ ਵਿੱਚ ਸਿੱਖ ਵੱਡੀ ਗਿਣਤੀ ਵਿੱਚ ਰਹਿੰਦੇ ਹਨ। ਸੰਨ 84 ਦੇ ਦੁਖਾਂਤ ਤੋਂ ਬਾਅਦ ਭਾਵੇਂ ਵੱਡੀ ਗਿਣਤੀ ਸਿੱਖ ਦਿੱਲੀ ਛੱਡ ਕੇ ਪੰਜਾਬ ਵਿੱਚ ਆ ਚੁੱਕੇ ਹਨ ਪਰੰਤੂ ਫੇਰ ਵੀ ਦਿੱਲੀ ਵਿੱਚ ਸਿੱਖਾਂ ਅਤੇ ਪੰਜਾਬੀਆਂ ਦੀ ਗਿਣਤੀ ਕਾਫੀ ਹੈ, ਜੋ ਕਿ ਹਰ ਤਰ੍ਹਾਂ ਦੀ ਚੋਣ ਨੂੰ ਪ੍ਰਭਾਵਿਤ ਕਰ ਸਕਦੀ ਹੈ।

ਦਿੱਲੀ ਚੋਣ ਕਮਿਸ਼ਨ ਦੇ ਅੰਕੜਿਆਂ ਅਨੁਸਾਰ ਦਿੱਲੀ ਵਿੱਚ ਤਕਰੀਬਨ 12 ਫੀਸਦੀ ਵੋਟਾਂ ਸਿੱਖਾਂ ਦੀਆਂ ਹਨ। ਦਿੱਲੀ ਦੀਆਂ ਇੱਕ ਦਰਜਨ ਤੋਂ ਵੱਧ ਸੀਟਾਂ ਤੇ ਸਿੱਖ ਵੋਟਰ ਫੈਸਲਾਕੁੰਨ ਸਾਬਤ ਹੁੰਦੇ ਰਹੇ ਹਨ। ਖਾਸ ਤੌਰ ਤੇ ਰਾਜਿੰਦਰ ਨਗਰ, ਰਾਜੌਰੀ ਗਾਰਡਨ, ਤਿਲਕ ਨਗਰ, ਜਨਕਪੁਰੀ, ਮੋਤੀ ਨਗਰ, ਸ਼ਾਹਦਰਾ, ਗਾਂਧੀ ਨਗਰ, ਚਾਂਦਨੀ ਚੌਕ ਅਤੇ ਗ੍ਰੇਟਰ ਕੈਲਾਸ਼ ਆਦਿ ਸੀਟਾਂ ਤੇ ਸਿੱਖ ਅਤੇ ਪੰਜਾਬੀ ਵੋਟਰ ਜ਼ਿਆਦਾ ਪ੍ਰਭਾਵਸ਼ਾਲੀ ਸਾਬਤ ਹੋ ਰਹੇ ਹਨ। ਇਸ ਤੋਂ ਇਲਾਵਾ ਪੂਰਬੀ ਦਿੱਲੀ ਦੀਆਂ ਕਈ ਸੀਟਾਂ ਤੇ ਵੀ ਜਿੱਤ ਹਾਰ ਵਿੱਚ ਸਿੱਖ ਵੋਟਰਾਂ ਦੀ ਭੂਮਿਕਾ ਨਿਰਣਾਇਕ ਹੁੰਦੀ ਹੈ ਅਤੇ ਦਿੱਲੀ ਦੇ ਸਿੱਖ ਵੋਟਰਾਂ ਦੀ ਹਮਦਰਦੀ ਪੰਜਾਬ ਦੇ ਕਿਸਾਨਾਂ ਨਾਲ ਹੋ ਸਕਦੀ ਹੈ ਕਿਉਂਕਿ ਪੰਜਾਬ ਦੇ ਜਿਆਦਾਤਰ ਕਿਸਾਨ ਵੀ ਸਿੱਖ ਹਨ। ਸਿੱਖ ਦੁਨੀਆਂ ਦੇ ਭਾਵੇਂ ਕਿਸੇ ਵੀ ਇਲਾਕੇ ਵਿੱਚ ਰਹਿੰਦੇ ਹੋਣ ਪਰ ਉਹਨਾਂ ਦੀਆਂ ਜੜਾਂ ਪੰਜਾਬ ਵਿੱਚ ਹੀ ਹੁੰਦੀਆਂ ਹਨ। ਇਸੇ ਕਾਰਨ ਦਿੱਲੀ ਦੇ ਸਿੱਖ ਵੀ ਪੰਜਾਬ ਨੂੰ ਆਪਣਾ ਘਰ ਸਮਝਦੇ ਹਨ ਅਤੇ ਪੰਜਾਬ ਦੀ ਹਰ ਲਹਿਰ ਅਤੇ ਖ਼ਬਰ ਦਾ ਦਿੱਲੀ ਦੇ ਸਿੱਖਾਂ ਤੇ ਵੀ ਅਸਰ ਹੁੰਦਾ ਹੈ।

ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ, ਕਾਂਗਰਸ, ਆਮ ਆਦਮੀ ਪਾਰਟੀ ਅਤੇ ਹੋਰਨਾਂ ਸਿਆਸੀ ਪਾਰਟੀਆਂ ਵੱਲੋਂ ਸਿੱਖਾਂ ਦੀਆਂ ਵੋਟਾਂ ਲੈਣ ਲਈ ਯਤਨ ਕੀਤੇ ਜਾ ਰਹੇ ਹਨ ਪਰ ਕਿਸੇ ਵੀ ਸਿਆਸੀ ਧਿਰ ਵੱਲੋਂ ਪੰਜਾਬ ਦੇ ਕਿਸਾਨਾਂ ਦੇ ਸੰਘਰਸ਼ ਦੀ ਗੱਲ ਪੂਰੀ ਤਰ੍ਹਾਂ ਉਭਾਰ ਕੇ ਨਹੀਂ ਕੀਤੀ ਜਾ ਰਹੀ। ਭਾਜਪਾ ਵਿਰੋਧੀ ਪਾਰਟੀਆਂ ਦਿੱਲੀ ਚੋਣਾਂ ਵਿੱਚ ਦਿੱਲੀ ਰਹਿੰਦੇ ਸਿੱਖਾਂ ਦੀਆਂ ਵੋਟਾਂ ਲੈਣ ਲਈ ਭਾਜਪਾ ਦਾ ਪੰਜਾਬ ਦੇ ਸਿੱਖ ਕਿਸਾਨਾਂ ਪ੍ਰਤੀ ਵਤੀਰਾ ਵੀ ਉਭਾਰ ਰਹੀਆਂ ਹਨ ਤਾਂ ਕਿ ਦਿੱਲੀ ਦੇ ਸਿੱਖਾਂ ਦੀਆਂ ਵੋਟਾਂ ਲਈਆਂ ਜਾ ਸਕਣ। ਇਸ ਦੇ ਬਾਵਜੂਦ ਪੰਜਾਬ ਦੇ ਕਿਸਾਨਾਂ ਦੇ ਅੰਦੋਲਨ ਦਾ ਦਿੱਲੀ ਵਿਧਾਨ ਸਭਾ ਚੋਣਾਂ ਤੇ ਕੋਈ ਪ੍ਰਭਾਵ ਪੈਂਦਾ ਹੈ ਇਹ ਤਾਂ ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਹੀ ਪਤਾ ਚੱਲੇਗਾ।

ਬਿਊਰੋ

Continue Reading

Trending