Chandigarh
ਡੇਰਾ ਮੁਖੀ ਦੇ ਫੈਸਲੇ ਖਿਲਾਫ ਸੁਪਰੀਮ ਕੋਰਟ ਵਿੱਚ ਪਟੀਸ਼ਨ ਪਾਵੇਗੀ ਪੰਜਾਬ ਸਰਕਾਰ
ਚੰਡੀਗੜ੍ਹ, 6 ਸਤੰਬਰ (ਜਸਬੀਰ ਸਿੰਘ ਜੱਸੀ) ਪੰਜਾਬ ਸਰਕਾਰ ਛੇਤੀ ਹੀ ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਦੇ ਫੈਸਲੇ ਵਿਰੁੱਧ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰਨ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਲਈ ਪੰਜਾਬ ਸਰਕਾਰ ਵੱਲੋਂ ਬਕਾਇਦਾ ਤੌਰ ਤੇ ਕਾਨੂੰਨਦਾਨਾਂ ਨਾਲ ਸਲਾਹ ਮਸਵਰਾ ਕੀਤਾ ਜਾ ਰਿਹਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਸਿਰਸਾ ਵਿੱਚ ਸਥਿਤ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਵਿਰੁੱਧ ਬਰਗਾੜੀ ਬੇਅਦਬੀ ਦੇ ਤਿੰਨ ਆਪਸ ਵਿੱਚ ਜੁੜੇ ਮਾਮਲਿਆਂ ਵਿੱਚ ਹੇਠਲੀ ਅਦਾਲਤ ਅੱਗੇ ਚੱਲ ਰਹੀ ਸੁਣਵਾਈ ਤੇ ਰੋਕ ਲਗਾਉਣ ਦੇ ਹੁਕਮਾਂ ਨੂੰ ਚੁਣੌਤੀ ਦੇਣ ਲਈ ਪੰਜਾਬ ਸਰਕਾਰ ਸੁਪਰੀਮ ਕੋਰਟ ਵਿੱਚ ਐਸ ਐਲ ਪੀ ਦਾਇਰ ਕਰਨ ਦੀ ਤਿਆਰੀ ਕਰ ਰਹੀ ਹੈ।
ਜ਼ਿਕਰਯੋਗ ਹੈ ਕਿ 11 ਮਾਰਚ ਨੂੰ, ਰਾਮ ਰਹੀਮ ਦੁਆਰਾ 2015 ਦੇ ਬੇਅਦਬੀ ਮਾਮਲਿਆਂ ਵਿੱਚ ਦਾਇਰ ਪਟੀਸ਼ਨ ਦੀ ਸੁਣਵਾਈ ਕਰਦਿਆਂ ਹਾਈਕੋਰਟ ਨੇ ਰਾਮ ਰਹੀਮ ਵਿਰੁੱਧ ਅਗਲੀ ਕਾਰਵਾਈ ਤੇ ਰੋਕ ਲਗਾ ਦਿੱਤੀ ਸੀ।
ਜਿਕਰਯੋਗ ਹੈ ਕਿ ਰਾਮ ਰਹੀਮ ਨੇ 13 ਦਸੰਬਰ, 2021 ਨੂੰ ਹਾਈ ਕੋਰਟ ਦਾ ਰੁਖ ਕੀਤਾ ਸੀ ਅਤੇ ਮੰਗ ਕੀਤੀ ਸੀ ਕਿ ਸੀ ਬੀ ਆਈ ਨੂੰ 2015 ਦੀਆਂ ਤਿੰਨ ਬੇਅਦਬੀ ਦੀਆਂ ਐਫ ਆਈ ਆਰਾਂ ਦੀ ਜਾਂਚ ਜਾਰੀ ਰੱਖਣ ਲਈ ਕਿਹਾ ਜਾਵੇ। ਪਟੀਸ਼ਨ ਵਿੱਚ 6 ਸਤੰਬਰ, 2018 ਦੇ ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ਨੂੰ ਵੀ ਚੁਣੌਤੀ ਦਿੱਤੀ ਗਈ ਸੀ, ਜਿਸ ਵਿੱਚ ਸਹਿਮਤੀ ਦਿੱਤੀ ਗਈ ਸੀ।
2015 ਦੇ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦੇ ਇੱਕ ਮੈਂਬਰ ਨੇ ਆਪਣਾ ਨਾਮ ਗੁਪਤ ਰੱਖਣ ਦੀ ਸ਼ਰਤ ਤੇ ਕਿਹਾ ਕਿ ਜਾਂਚ ਟੀਮ ਬਰਗਾੜੀ ਬੇਅਦਬੀ ਦੇ ਤਿੰਨ ਮਾਮਲਿਆਂ ਵਿੱਚ ਸੁਣਵਾਈ ਤੇ ਹਾਈ ਕੋਰਟ ਦੇ ਸਟੇਅ ਨੂੰ ਚੁਣੌਤੀ ਦੇਣ ਲਈ ਸੁਪਰੀਮ ਕੋਰਟ ਵਿੱਚ ਪਟੀਸ਼ਨ ਪਾਉਣ ਦੀ ਤਿਆਰੀ ਕਰ ਰਹੀ ਹੈ। ਅਧਿਕਾਰੀ ਨੇ ਕਿਹਾ ਕਿ ਅਸੀਂ ਕਾਨੂੰਨੀ ਮਾਹਿਰਾਂ ਨਾਲ ਸਲਾਹ ਕਰ ਰਹੇ ਹਾਂ ਅਤੇ ਜਲਦੀ ਹੀ ਅਸੀਂ ਸੁਪਰੀਮ ਕੋਰਟ ਵਿੱਚ ਜਾਵਾਂਗੇ।
ਜਿਕਰਯੋਗ ਹੈ ਕਿ ਪਿਛਲੇ ਸਾਲ ਫਰਵਰੀ ਵਿੱਚ, ਸੁਪਰੀਮ ਕੋਰਟ ਨੇ ਬਰਗਾੜੀ ਬੇਅਦਬੀ ਦੇ ਤਿੰਨ ਆਪਸ ਵਿੱਚ ਜੁੜੇ ਮਾਮਲਿਆਂ ਵਿੱਚ ਰਾਮ ਰਹੀਮ ਅਤੇ ਸੱਤ ਪੈਰੋਕਾਰਾਂ ਵਿਰੁੱਧ ਮੁਕੱਦਮੇ ਨੂੰ ਫਰੀਦਕੋਟ ਦੀ ਇੱਕ ਅਦਾਲਤ ਤੋਂ ਚੰਡੀਗੜ੍ਹ ਤਬਦੀਲ ਕਰ ਦਿੱਤਾ ਸੀ।
1 ਜੂਨ, 2015 ਨੂੰ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰੇ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰ ਬੀੜ ਚੋਰੀ ਹੋ ਗਈ ਸੀ। ਇਸਦੀ ਐਫ ਆਈ ਆਰ ਅਗਲੇ ਦਿਨ ਦਰਜ ਕੀਤੀ ਗਈ ਸੀ। 2015 ਵਿੱਚ ਹੀ ਬਰਗਾੜੀ ਅਤੇ ਬੁਰਜ ਜਵਾਹਰ ਸਿੰਘ ਵਾਲਾ ਪਿੰਡਾਂ ਵਿੱਚ ਬੇਅਦਬੀ ਦੀਆਂ ਧਮਕੀਆਂ ਦੇਣ ਵਾਲੇ ਤਿੰਨ ਅਪਮਾਨਜਨਕ ਪੋਸਟਰ ਚਿਪਕਾਏ ਗਏ ਸਨ, ਜਿਸ ਤੋਂ ਬਾਅਦ ਐਫ ਆਈ ਆਰ ਦਰਜ ਕੀਤੀ ਗਈ ਸੀ। 12 ਅਕਤੂਬਰ, 2015 ਨੂੰ, ਬਰਗਾੜੀ ਪਿੰਡ ਦੇ ਨਾਲ ਲੱਗਦੇ ਗੁਰਦੁਆਰੇ ਦੇ ਸਾਹਮਣੇ ਬੀੜ ਦੇ ਅੰਗ ਪਾੜ ਕੇ ਸੁੱਟੇ ਮਿਲੇ ਸਨ, ਜਿਸ ਦੇ ਨਤੀਜੇ ਵਜੋਂ ਰਾਜ ਭਰ ਵਿੱਚ ਰੋਸ ਫੈਲ ਗਿਆ ਸੀ ਅਤੇ ਗੋਲੀਬਾਰੀ ਵਿੱਚ ਦੋ ਸਿੱਖ ਪ੍ਰਦਰਸ਼ਨਕਾਰੀਆਂ ਦੀ ਮੌਤ ਹੋ ਗਈ ਸੀ।
ਪੰਜਾਬ ਪੁਲੀਸ ਦੀ ਐਸਆਈਟੀ ਨੇ ਪਾਇਆ ਕਿ ਸਿੱਖ ਧਰਮ ਗ੍ਰੰਥਾਂ ਦੀ ਬੇਅਦਬੀ ਦੀ ਸਾਜ਼ਿਸ਼ ਸਿਰਸਾ ਵਿੱਚ ਡੇਰਾ ਸੱਚਾ ਸੌਦਾ ਦੇ ਪ੍ਰਬੰਧਕੀ ਬਲਾਕ ਵਿੱਚ ਰਚੀ ਗਈ ਸੀ ਅਤੇ ਪੈਰੋਕਾਰਾਂ ਨੇ ਸੰਪਰਦਾ ਮੁਖੀ ਰਾਮ ਰਹੀਮ ਦੀ ਆਗਿਆ ਤੋਂ ਬਿਨਾਂ ਕਦੇ ਵੀ ਕਾਰਵਾਈ ਨਹੀਂ ਕੀਤੀ। ਐਸ ਆਈ ਟੀ ਨੇ ਰਾਮ ਰਹੀਮ ਦੇ ਖਿਲਾਫ ਤਿੰਨ ਮਾਮਲਿਆਂ ਵਿੱਚ ਚਾਰਜਸ਼ੀਟ ਦਾਇਰ ਕੀਤੀ ਹੈ, ਜਿਸ ਵਿੱਚ ਉਸਨੂੰ ਮੁੱਖ ਸਾਜ਼ਿਸ਼ਕਰਤਾ ਦਾ ਨਾਮ ਦਿੱਤਾ ਗਿਆ ਹੈ।
ਇਸ ਸੰਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਵਿਧਾਨ ਸਭਾ ਸੈਸ਼ਨ ਦੌਰਾਨ ਕਿਹਾ ਸੀ ਕਿ ਉਨ੍ਹਾਂ ਦੀ ਸਰਕਾਰ 2015 ਦੇ ਬੇਅਦਬੀ ਮਾਮਲੇ ਵਿੱਚ ਰਾਮ ਰਹੀਮ ਦੇ ਖਿਲਾਫ ਮੁਕੱਦਮੇ ਦੀ ਸੁਣਵਾਈ ਲਈ ਇਸਤਗਾਸਾ ਨੂੰ ਮਨਜ਼ੂਰੀ ਦੇਵੇਗੀ। ਉਹਨਾਂ ਸਦਨ ਨੂੰ ਦੱਸਿਆ ਕਿ ਰਾਜ ਸਰਕਾਰ ਨੂੰ ਬੇਅਦਬੀ ਦੀਆਂ ਘਟਨਾਵਾਂ ਵਿੱਚ ਵੱਡੇ ਸੁਰਾਗ ਮਿਲੇ ਹਨ ਅਤੇ ਇੱਕ ਤਾਜ਼ਾ ਰਿਪੋਰਟ ਪਹਿਲਾਂ ਹੀ ਕਾਨੂੰਨੀ ਜਾਂਚ ਲਈ ਭੇਜੀ ਜਾ ਚੁੱਕੀ ਹੈ।
ਰਾਜ ਸਰਕਾਰ ਨੇ ਬਰਗਾੜੀ ਬੇਅਦਬੀ ਮਾਮਲਿਆਂ ਵਿੱਚ ਰਾਮ ਰਹੀਮ ਵਿਰੁੱਧ ਮੁਕੱਦਮਾ ਚਲਾਉਣ ਲਈ ਅਜੇ ਮਨਜ਼ੂਰੀ ਨਹੀਂ ਦਿੱਤੀ ਹੈ, ਕਿਉਂਕਿ ਪ੍ਰਸਤਾਵ ਰਾਜ ਦੇ ਗ੍ਰਹਿ ਵਿਭਾਗ ਕੋਲ ਲੰਬਿਤ ਹੈ। ਐਸ ਆਈ ਟੀ ਨੇ 2022 ਵਿੱਚ ਸਰਕਾਰ ਨੂੰ ਇੱਕ ਪ੍ਰਸਤਾਵ ਸੌਂਪਿਆ ਸੀ ਜਿਸ ਵਿੱਚ ਰਾਮ ਰਹੀਮ ਵਿਰੁੱਧ ਆਈਪੀਸੀ ਦੀ ਧਾਰਾ 295-ਏ ਤਹਿਤ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਮੰਗੀ ਗਈ ਸੀ। ਇਸ ਦੌਰਾਨ, ਐਸ ਆਈ ਟੀ ਸੰਭਾਵਤ ਤੌਰ ਤੇ 2015 ਦੇ ਪੰਜ ਬੇਅਦਬੀ ਮਾਮਲਿਆਂ ਦੇ ਮੁੱਖ ਸਾਜ਼ਿਸ਼ਕਰਤਾ ਡੇਰੇ ਦੀ ਰਾਸ਼ਟਰੀ ਕਮੇਟੀ ਦੇ ਤਿੰਨ ਮੈਂਬਰਾਂ ਵਿੱਚੋਂ ਇੱਕ, ਪਰਦੀਪ ਕਲੇਰ ਨੂੰ ਵਾਅਦਾ ਮੁਆਫ ਗਵਾਹ ਬਣਾ ਕੇ ਚਲਾਨ ਦੇ ਸਕਦਾ ਹੈ।
Chandigarh
ਦੂਜੇ ਸੂਬਿਆਂ ਅਤੇ ਵਿਦੇਸ਼ਾਂ ਵਿੱਚ ਲੁਕੇ ਗੈਂਗਸਟਰਾਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਲਈ ਵਚਨਬੱਧ ਹੈ ਪੰਜਾਬ ਪੁਲੀਸ : ਗੌਰਵ ਯਾਦਵ
ਪੰਜਾਬ ਸਰਕਾਰ ਨੇ ਗੌਰਵ ਯਾਦਵ ਨੂੰ ਬਣਾਇਆ ਸੂਬੇ ਦਾ ਰੈਗੂਲਰ ਡੀ ਜੀ ਪੀ
ਚੰਡੀਗੜ੍ਹ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਨੇ 1992 ਬੈਚ ਦੇ ਆਈ ਪੀ ਐਸ ਅਧਿਕਾਰੀ ਗੌਰਵ ਯਾਦਵ ਨੂੰ ਰੈਗੂਲਰ ਡੀ ਜੀ ਪੀ ਵਜੋਂ ਨਿਯੁਕਤ ਕਰ ਦਿੱਤਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇਸ ਮਾਮਲੇ ਤੇ 13 ਅਕਤੂਬਰ ਨੂੰ ਸੁਣਵਾਈ ਹੋਣੀ ਹੈ ਅਤੇ ਉਸ ਤੋਂ ਪਹਿਲਾਂ ਹੀ ਅੱਜ ਪੰਜਾਬ ਸਰਕਾਰ ਨੇ ਅੱਜ ਗੌਰਵ ਯਾਦਵ ਨੂੰ ਰੈਗੂਲਰ ਡੀ ਜੀ ਪੀ ਵਜੋਂ ਨਿਯੁਕਤ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ।
ਅਹੁਦਾ ਸੰਭਾਲਣ ਤੋਂ ਬਾਅਦ ਡੀ ਜੀ ਪੀ ਗੌਰਵ ਯਾਦਵ ਨੇ ਕਿਹਾ ਕਿ ਗੈਂਗਸਟਰਾਂ ਤੇ ਸਮਾਜ ਵਿਰੋਧੀ ਅਨਸਰਾਂ ਲਈ ਸੂਬੇ ਵਿੱਚ ਕੋਈ ਥਾਂ ਨਹੀਂ ਹੈ। ਉਹ ਦੇਸ਼ ਦੇ ਕਿਸੇ ਵੀ ਹਿੱਸੇ ਜਾਂ ਵਿਦੇਸ਼ ਵਿੱਚ ਲੁਕੇ ਹੋਣ, ਪੰਜਾਬ ਪੁਲੀਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਕੇ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣਾ ਪੁਲੀਸ ਦੀ ਤਰਜੀਹ ਹੈ। ਦੇਸ਼ ਵਿਰੋਧੀ ਅਨਸਰਾਂ ਨੂੰ ਆਪਣੇ ਮਨਸੂਬਿਆਂ ਵਿੱਚ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਗੈਂਗਸਟਰਾਂ ਅਤੇ ਉਨ੍ਹਾਂ ਦੇ ਨੈਟਵਰਕ ਵਿਰੁੱਧ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ। ਪੁਲੀਸ ਸੰਗਠਿਤ ਅਪਰਾਧ ਨੂੰ ਖ਼ਤਮ ਕਰਨ ਅਤੇ ਨਸ਼ਾ ਤਸਕਰੀ ਦੇ ਨੈਟਵਰਕ ਨੂੰ ਤੋੜਨ ਲਈ ਲਗਾਤਾਰ ਕਾਰਵਾਈ ਕਰ ਰਹੀ ਹੈ।
ਆਈ ਪੀ ਐਸ ਅਧਿਕਾਰੀ ਗੌਰਵ ਯਾਦਵ ਜੁਲਾਈ 2022 ਤੋਂ ਕਾਰਜਕਾਰੀ ਡੀਜੀਪੀ ਵਜੋਂ ਸੇਵਾਵਾਂ ਨਿਭਾ ਰਹੇ ਹਨ। ਪੰਜਾਬ ਪੁਲੀਸ ਦੇ ਮੁਖੀ ਵਜੋਂ ਨਿਯੁਕਤੀ ਲਈ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਸੂਚੀਬੱਧ ਕੀਤੇ ਗਏ ਤਿੰਨ ਅਧਿਕਾਰੀਆਂ ਵਿੱਚ ਉਨ੍ਹਾਂ ਦਾ ਨਾਂ ਸ਼ਾਮਲ ਹੈ ਜਦੋਂ ਕਿ ਇਸ ਪੈਨਲ ਵਿੱਚ ਦੋ ਅਧਿਕਾਰੀ ਸ਼ਰਦ ਸੱਤਿਆ ਚੌਹਾਨ ਅਤੇ ਹਰਪ੍ਰੀਤ ਸਿੰਘ ਸਿੱਧੂ ਸ਼ਾਮਲ ਹਨ। ਪੈਨਲ ਮਿਲਣ ਤੋਂ ਬਾਅਦ ਜੁਲਾਈ ਮਹੀਨੇ ਤੋਂ ਰੈਗੂਲਰ ਡੀ ਜੀ ਪੀ ਦੀ ਨਿਯੁਕਤੀ ਲਟਕੀ ਹੋਈ ਸੀ।
ਇਸ ਸੰਬੰਧੀ ਐਡਵੋਕੇਟ ਨਿਖਿਲ ਥਮਨ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਪੰਜਾਬ ਵਿੱਚ ਲੰਮੇ ਸਮੇਂ ਤੋਂ ਕਾਰਜਕਾਰੀ ਡੀ ਜੀ ਪੀ ਹੋਣ ਦੀ ਵਿਵਸਥਾ ਨੂੰ ਚੁਣੌਤੀ ਦਿੱਤੀ ਸੀ। ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਡਿਵੀਜ਼ਨ ਬੈਂਚ ਨੇ ਪਹਿਲੀ ਅਕਤੂਬਰ ਨੂੰ ਪੰਜਾਬ ਸਰਕਾਰ ਨੂੰ ਰੈਗੂਲਰ ਡੀਜੀਪੀ ਦੀ ਨਿਯੁਕਤੀ ਬਾਰੇ ਢੁਕਵਾਂ ਫ਼ੈਸਲਾ ਲੈਣ ਦੇ ਆਦੇਸ਼ ਦਿੱਤੇ ਸਨ। ਹਾਈ ਕੋਰਟ ਨੇ ਮੁੱਖ ਸਕੱਤਰ ਕੇ. ਏ. ਪੀ. ਸਿਨਹਾ ਨੂੰ 13 ਅਕਤੂਬਰ ਨੂੰ ਹੋਣ ਵਾਲੀ ਅਗਲੀ ਸੁਣਵਾਈ ਤੱਕ ਅਦਾਲਤ ਵਿੱਚ ਇਸ ਸਬੰਧੀ ਪਾਲਣਾ ਸਬੰਧੀ ਹਲਫ਼ਨਾਮਾ ਪੇਸ਼ ਕਰਨ ਦੀ ਹਦਾਇਤ ਕੀਤੀ ਸੀ। ਜਿਕਰਯੋਗ ਹੈ ਕਿ ਗੌਰਵ ਯਾਦਵ ਜੁਲਾਈ 2022 ਤੋਂ ਬਤੌਰ ਕਾਰਜਕਾਰੀ ਡੀਜੀਪੀ ਕੰਮ ਕਰ ਰਹੇ ਹਨ। ਉਨ੍ਹਾਂ ਦੀ ਸੇਵਾਮੁਕਤੀ 30 ਅਪਰੈਲ 2029 ਨੂੰ ਹੋਣੀ ਹੈ।
Chandigarh
ਮੁੱਖ ਮੰਤਰੀ ਮਾਨ ਦੇ ਓ ਐਸ ਡੀ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ
ਚੰਡੀਗੜ੍ਹ, 9 ਅਕਤੂਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਰਾਜਬੀਰ ਘੁੰਮਣ ਨੂੰ ਸੀ. ਬੀ. ਆਈ. ਦੀ ਐਫ਼. ਆਈ. ਆਰ. ਅਤੇ ਉਨ੍ਹਾਂ ਦੇ ਜੱਦੀ ਘਰ ਦੀ ਤਲਾਸ਼ੀ ਦੇ ਮਾਮਲੇ ਵਿਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਫ਼ਿਲਹਾਲ ਰਾਹਤ ਨਹੀਂ ਮਿਲੀ ਹੈ। ਕੇਂਦਰੀ ਜਾਂਚ ਬਿਊਰੋ ਵੱਲੋਂ ਕੀਤੀ ਜਾ ਰਹੀ ਕਾਰਵਾਈ ਨੂੰ ਚੁਣੌਤੀ ਦਿੰਦਿਆਂ ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ।
ਪਟੀਸ਼ਨ ਤੇ ਸੁਣਵਾਈ ਕਰਦਿਆਂ ਹਾਈ ਕੋਰਟ ਦੇ ਸਿੰਗਲ ਬੈਂਚ ਨੇ ਕੋਈ ਵੀ ਅੰਤਰਿਮ ਰਾਹਤ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ। ਅਦਾਲਤ ਨੇ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੂਰਾ ਕੇਸ ਅਗਲੇਰੀ ਕਾਰਵਾਈ ਅਤੇ ਦਿਸ਼ਾ-ਨਿਰਦੇਸ਼ਾਂ ਲਈ ਹਾਈ ਕੋਰਟ ਦੇ ਮਾਨਯੋਗ ਚੀਫ਼ ਜਸਟਿਸ ਕੋਲ ਭੇਜਣ ਦੇ ਹੁਕਮ ਦਿੱਤੇ ਹਨ। ਜਸਟਿਸ ਜੇ. ਐਸ. ਬੇਦੀ ਨੇ ਕਿਹਾ ਕਿ ਇਹ ਮਾਮਲਾ ਉਨ੍ਹਾਂ ਦੇ ਬੈਂਚ ਸਾਹਮਣੇ ਸੁਣਵਾਈ ਲਈ ਢੁੱਕਵਾਂ ਨਹੀਂ ਹੈ, ਕਿਉਂਕਿ ਸੰਬੰਧਿਤ ਐਫ਼. ਆਈ. ਆਰ. ਦਰਜ ਕਰਨ ਦੇ ਨਿਰਦੇਸ਼ ਹਾਈ ਕੋਰਟ ਦੇ ਡਵੀਜ਼ਨ ਬੈਂਚ ਨੇ ਦਿੱਤੇ ਸਨ। ਅਦਾਲਤ ਨੇ ਪਟੀਸ਼ਨਰ ਨੂੰ ਢੁੱਕਵੇਂ ਮੰਚ ਤੇ ਜਾਣ ਦੀ ਸਲਾਹ ਦਿੱਤੀ।
ਘੁੰਮਣ ਨੇ ਆਪਣੀ ਪਟੀਸ਼ਨ ਵਿਚ ਦਾਅਵਾ ਕੀਤਾ ਹੈ ਕਿ ਉਨ੍ਹਾਂ ਵਿਰੁੱਧ ਕਾਰਵਾਈ ਸ਼ੁਰੂ ਕਰਨ ਤੋਂ ਪਹਿਲਾਂ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 17-ਏ ਤਹਿਤ ਪੰਜਾਬ ਸਰਕਾਰ ਤੋਂ ਲਾਜ਼ਮੀ ਅਗੇਤੀ ਮੰਨਜ਼ੂਰੀ ਨਹੀਂ ਲਈ ਗਈ। ਉਨ੍ਹਾਂ ਦਾ ਕਹਿਣਾ ਹੈ ਕਿ ਸੀ.ਬੀ.ਆਈ. ਦੀ ਜਾਂਚ ਸਰਕਾਰੀ ਕੰਮਕਾਜ ਅਤੇ ਅਧਿਕਾਰੀਆਂ ਦੀਆਂ ਬਦਲੀਆਂ ਤੇ ਤਾਇਨਾਤੀਆਂ ਨਾਲ ਜੁੜੇ ਕਥਿਤ ਫ਼ੈਸਲਿਆਂ ਬਾਰੇ ਹੈ, ਇਸ ਲਈ ਇਸ ਮਾਮਲੇ ਵਿਚ ਉਕਤ ਧਾਰਾ ਦੀ ਸੁਰੱਖਿਆ ਲਾਗੂ ਹੁੰਦੀ ਹੈ।
Chandigarh
ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ
ਮੁੱਖ ਮੰਤਰੀ ਦਫ਼ਤਰ ਵਿੱਚ ਸੀ ਬੀ ਆਈ ਜਾਂਚ ਦੇ ਖ਼ਿਲਾਫ਼ ਪਟੀਸ਼ਨ ਦੀ ਸੁਣਵਾਈ ਮੁਲਤਵੀ
ਚੰਡੀਗੜ੍ਹ, 8 ਅਕਤੂਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਤੋਂ ਜਾਂਚ ਕਰਵਾਉਣ ਦੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਪੰਜਾਬ ਸਰਕਾਰ ਦੀ ਪਟੀਸ਼ਨ ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਸ਼ੁੱਕਰਵਾਰ ਤੱਕ ਟਲ ਗਈ ਹੈ। ਸੁਪਰੀਮ ਕੋਰਟ ਦੇ ਬੈਂਚ ਨੇ ਕਿਹਾ ਕਿ ਮਾਮਲੇ ਦੀ ਸੁਣਵਾਈ ਕੱਲ੍ਹ ਕੀਤੀ ਜਾਵੇਗੀ, ਕਿਉਂਕਿ ਜਸਟਿਸ ਸ਼ੀਲ ਨਾਗੂ ਨੂੰ ਸੰਬੰਧਿਤ ਫਾਈਲ ਦੇਰ ਨਾਲ ਪ੍ਰਾਪਤ ਹੋਈ ਹੈ।
ਮਾਮਲੇ ਦੀ ਸੁਣਵਾਈ ਜਸਟਿਸ ਦੀਪਾਂਕਰ ਦੱਤਾ ਅਤੇ ਜਸਟਿਸ ਸ਼ੀਲ ਨਾਗੂ ਦੇ ਬੈਂਚ ਸਾਹਮਣੇ ਹੋਈ। ਸੁਣਵਾਈ ਸ਼ੁਰੂ ਹੁੰਦਿਆਂ ਹੀ ਜਸਟਿਸ ਦੱਤਾ ਨੇ ਕਿਹਾ ਕਿ ਮਾਮਲੇ ਨੂੰ ਕੱਲ੍ਹ ਲਿਆ ਜਾਵੇਗਾ। ਪੰਜਾਬ ਸਰਕਾਰ ਵੱਲੋਂ ਸੀਨੀਅਰ ਵਕੀਲ ਵਿਕਾਸ ਸਿੰਘ ਨੇ ਸੀ. ਬੀ. ਆਈ. ਵੱਲੋਂ ਕਿਸੇ ਵੀ ਤਤਕਾਲੀ ਕਾਰਵਾਈ ਤੇ ਰੋਕ ਲਗਾਉਣ ਲਈ ਅੰਤਰਿਮ ਹੁਕਮ ਜਾਰੀ ਕਰਨ ਦੀ ਮੰਗ ਕੀਤੀ। ਇਸ ਤੇ ਜਸਟਿਸ ਦੱਤਾ ਨੇ ਕਿਹਾ ਕਿ ਜਦੋਂ ਦੂਜੇ ਜੱਜ ਨੂੰ ਫਾਈਲ ਦੇਖਣ ਦਾ ਮੌਕਾ ਹੀ ਨਹੀਂ ਮਿਲਿਆ ਹੈ ਤਾਂ ਅੰਤਰਿਮ ਹੁਕਮ ਕਿਵੇਂ ਪਾਸ ਕੀਤਾ ਜਾ ਸਕਦਾ ਹੈ।
ਪੰਜਾਬ ਸਰਕਾਰ ਨੇ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਦਿੱਤੇ ਗਏ ਹੁਕਮ ਦੇ ਖ਼ਿਲਾਫ਼ ਵਿਸ਼ੇਸ਼ ਇਜਾਜ਼ਤ ਪਟੀਸ਼ਨ ਦਾਖ਼ਲ ਕੀਤੀ ਹੈ। ਹਾਈ ਕੋਰਟ ਦੇ ਮੁੱਖ ਜੱਜ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਸ਼ੇਸ਼ ਕਾਰਜ ਅਧਿਕਾਰੀ (ਓ. ਐਸ. ਡੀ.) ਰਾਜਬੀਰ ਸਿੰਘ ਘੁੰਮਣ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਲਈ ਸੀ. ਬੀ. ਆਈ. ਨੂੰ ਅਪਰਾਧਿਕ ਮਾਮਲਾ ਦਰਜ ਕਰਨ ਦੇ ਨਿਰਦੇਸ਼ ਦਿੱਤੇ ਸਨ। ਹਾਈ ਕੋਰਟ ਨੇ ਪੰਜਾਬ ਸਰਕਾਰ ਅਤੇ ਪੰਜਾਬ ਪੁਲੀਸ ਨੂੰ ਵੀ ਨਿਰਪੱਖ ਜਾਂਚ ਲਈ ਸੀ. ਬੀ. ਆਈ. ਨੂੰ ਹਰ ਸੰਭਵ ਸਹਾਇਤਾ ਉਪਲਬਧ ਕਰਵਾਉਣ ਦਾ ਹੁਕਮ ਦਿੱਤਾ ਸੀ। ਇਹ ਹੁਕਮ ਵਕੀਲ ਨਿਖਿਲ ਸਰਾਫ਼ ਵੱਲੋਂ ਦਾਇਰ ਜਨਹਿਤ ਪਟੀਸ਼ਨ ਤੇ ਸੁਣਵਾਈ ਦੌਰਾਨ ਦਿੱਤਾ ਗਿਆ ਸੀ।
ਜਨਹਿਤ ਪਟੀਸ਼ਨ ਵਿੱਚ ਦੋਸ਼ ਲਗਾਇਆ ਗਿਆ ਸੀ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਪੰਜਾਬ ਪੁਲੀਸ ਨੂੰ ਕਥਿਤ ਭ੍ਰਿਸ਼ਟਾਚਾਰ ਦੇ ਸੰਬੰਧ ਵਿੱਚ ਸੂਚਨਾ ਦਿੱਤੇ ਜਾਣ ਦੇ ਬਾਵਜੂਦ ਪੁਲੀਸ ਨੇ ਉਚਿਤ ਕਾਰਵਾਈ ਨਹੀਂ ਕੀਤੀ। ਸੁਣਵਾਈ ਦੌਰਾਨ ਸਾਹਮਣੇ ਆਇਆ ਸੀ ਕਿ ਈ.ਡੀ. ਨੇ ਨਿਤਿਨ ਗੋਹਲ ਨਾਮਕ ਵਿਅਕਤੀ ਨਾਲ ਜੁੜੇ ਦੋਸ਼ਾਂ ਨੂੰ ਵੀ ਚਿੰਨ੍ਹਿਤ ਕੀਤਾ ਸੀ। ਦੋਸ਼ ਹੈ ਕਿ ਉਹ ਪੰਜਾਬ ਸਰਕਾਰ ਤੋਂ ਵੱਖ-ਵੱਖ ਤਰ੍ਹਾਂ ਦੇ ਲਾਭ ਲੈਣ ਦੇ ਇੱਛੁਕ ਲੋਕਾਂ ਅਤੇ ਸੰਬੰਧਿਤ ਧਿਰਾਂ ਵਿਚਕਾਰ ਵਿਚੋਲੇ ਵਜੋਂ ਕੰਮ ਕਰਦਾ ਸੀ। ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਤਬਾਲਿਆਂ ਵਿੱਚ ਮਦਦ, ਗੁਪਤ ਸਰਕਾਰੀ ਦਸਤਾਵੇਜ਼ਾਂ ਤੱਕ ਪਹੁੰਚ ਦਿਵਾਉਣ, ਹਥਿਆਰਾਂ ਦੇ ਲਾਇਸੈਂਸ ਹਾਸਲ ਕਰਵਾਉਣ ਅਤੇ ਹੋਰ ਲਾਭ ਦਿਵਾਉਣ ਵਰਗੀਆਂ ਗੱਲਾਂ ਸ਼ਾਮਲ ਹਨ। ਹਾਈ ਕੋਰਟ ਨੇ ਉਪਲਬਧ ਸਮੱਗਰੀ ਤੇ ਵਿਚਾਰ ਕਰਨ ਤੋਂ ਬਾਅਦ ਸੀ. ਬੀ. ਆਈ. ਨੂੰ ਅਪਰਾਧਿਕ ਮਾਮਲਾ ਦਰਜ ਕਰਕੇ ਜਾਂਚ ਦੇ ਨਿਰਦੇਸ਼ ਦਿੱਤੇ ਸਨ।
ਇਸ ਉਪਰੰਤ ਮੰਗਲਵਾਰ ਨੂੰ, ਸੀਨੀਅਰ ਵਕੀਲ ਵਿਕਾਸ ਸਿੰਘ ਨੇ ਭਾਰਤ ਦੇ ਚੀਫ਼ ਜਸਟਿਸ ਦੇ ਸਾਹਮਣੇ ਮਾਮਲੇ ਦੀ ਤੁਰੰਤ ਸੁਣਵਾਈ ਦੀ ਮੰਗ ਕੀਤੀ ਸੀ। ਉਨ੍ਹਾਂ ਦਾਅਵਾ ਕੀਤਾ ਕਿ ਇਹ ਮਾਮਲਾ ਰਾਜਨੀਤਿਕ ਤੌਰ ਤੇ ਪ੍ਰੇਰਿਤ ਹੈ ਅਤੇ ਰਾਜ ਵਿਧਾਨਸਭਾ ਚੋਣਾਂ ਨੇੜੇ ਆਉਣ ਕਾਰਨ ਇਸਦੀ ਪੈਰਵੀ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਨੇ ਹਾਈ ਕੋਰਟ ਦੇ ਹੁਕਮ ਨੂੰ ਸੁਪਰੀਮ ਕੋਰਟ ਦੇ ਵਿਜੇ ਮਦਨਲਾਲ ਚੌਧਰੀ ਮਾਮਲੇ ਵਿੱਚ ਦਿੱਤੇ ਗਏ ਫ਼ੈਸਲੇ ਦੇ ਉਲਟ ਦੱਸਦਿਆਂ ਚੁਣੌਤੀ ਦਿੱਤੀ ਹੈ। ਮੁੱਖ ਜੱਜ ਨੇ ਮੰਗਲਵਾਰ ਨੂੰ ਉਸੇ ਦਿਨ ਸੁਣਵਾਈ ਦੀ ਮੰਗ ਸਵੀਕਾਰ ਨਹੀਂ ਕੀਤੀ ਸੀ ਪਰ ਵੀਰਵਾਰ ਨੂੰ ਮਾਮਲੇ ਨੂੰ ਸੂਚੀਬੱਧ ਕਰਨ ਤੇ ਸਹਿਮਤੀ ਜਤਾਈ ਸੀ। ਹੁਣ ਸੁਪਰੀਮ ਕੋਰਟ ਵਿੱਚ ਇਸ ਮਾਮਲੇ ਤੇ ਕੱਲ੍ਹ ਸੁਣਵਾਈ ਹੋਵੇਗੀ।
-
International4 weeks ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
National2 months agoਹਸਪਤਾਲ ਵਿੱਚ ਵੈਂਟੀਲੇਟਰ ਫਟਣ ਕਾਰਨ ਲੱਗੀ ਅੱਗ ਵਿੱਚ 3 ਨਵਜੰਮੇ ਬੱਚਿਆਂ ਦੀ ਮੌਤ
-
International1 month agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
Mohali2 months agoਬੂਥ ਮਾਰਕੀਟ ਐਸੋਸੀਏਸ਼ਨ ਫੇਜ਼ 2 ਮੁਹਾਲੀ ਦਾ ਵਫਦ ਮੇਅਰ ਸਰਬਜੀਤ ਸਿੰਘ ਸਮਾਣਾ ਨੂੰ ਮਿਲਿਆ
-
International1 month agoਨੇਪਾਲ ਵਿੱਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 210 ਹੋਈ, ਕਈ ਲਾਪਤਾ
-
International3 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International1 month agoਤਿੱਬਤ ਤੋਂ ਆਏ ਹੜ੍ਹ ਕਾਰਨ ਨੇਪਾਲ ਵਿੱਚ ਭਾਰੀ ਤਬਾਹੀ, ਦਰਜਨਾਂ ਪਿੰਡ ਤਬਾਹ
-
International2 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
