Chandigarh
ਚੰਡੀਗੜ੍ਹ ਹੈਂਡ ਗ੍ਰਨੇਡ ਹਮਲਾ ਮਾਮਲੇ ਵਿੱਚ ਆਟੋ ਚਾਲਕ ਕਾਬੂ
ਪੁਲੀਸ ਅੱਤਵਾਦੀ ਐਂਗਲ ਤੋਂ ਕਰ ਰਹੀ ਹੈ ਜਾਂਚ, ਸੂਚਨਾ ਦੇਣ ਵਾਲੇ ਨੂੰ ਮਿਲੇਗਾ 2 ਲੱਖ ਰੁਪਏ ਇਨਾਮ
ਚੰਡੀਗੜ੍ਹ, 12 ਸਤੰਬਰ (ਜਸਬੀਰ ਸਿੰਘ ਜੱਸੀ) ਚੰਡੀਗੜ੍ਹ ਦੇ ਸੈਕਟਰ-10 ਵਿੱਚ ਬੀਤੀ ਸ਼ਾਮ ਇੱਕ ਘਰ ਉੱਪਰ ਹੋਏ ਹੈਂਡ ਗ੍ਰੇਨੇਡ ਹਮਲਾ ਮਾਮਲੇ ਵਿੱਚ ਪੁਲੀਸ ਨੇ ਆਟੋ ਚਾਲਕ ਕੁਲਦੀਪ ਨੂੰ ਹਿਰਾਸਤ ਵਿੱਚ ਲਿਆ ਹੈ ਪੁਲੀਸ ਵਲੋਂ ਉਸਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਸੂਤਰਾਂ ਮੁਤਾਬਿਕ, ਪੁਲੀਸ ਪੁੱਛਗਿੱਛ ਦੌਰਾਨ ਆਟੋ ਚਾਲਕ ਨੇ ਦੱਸਿਆ ਕਿ ਸ਼ਾਮ ਕਰੀਬ 5 ਵਜੇ ਨੌਜਵਾਨਾਂ ਨੇ ਉਸਦੇ ਆਟੋ ਵਿੱਚ ਬੈਠ ਕੇ ਉਸਨੂੰ ਸੈਕਟਰ-10 ਸਥਿਤ ਕੋਠੀ ਨੰਬਰ 575 ਵਿੱਚ ਜਾਣ ਲਈ ਕਿਹਾ ਸੀ। ਉਕਤ ਨੌਜਵਾਨਾਂ ਨੇ ਮੌਕੇ ਤੇ ਪਹੁੰਚ ਕੇ ਆਟੋ ਵਿੱਚੋਂ ਉਤਰ ਕੇ ਘਰ ਦੇ ਅੰਦਰ ਕੋਈ ਚੀਜ਼ ਸੁੱਟ ਦਿੱਤੀ, ਜਿਸ ਨਾਲ ਜ਼ੋਰਦਾਰ ਧਮਾਕਾ ਹੋ ਗਿਆ। ਇਹ ਨੌਜਵਾਨ ਮੁੜ ਆਟੋ ਵਿੱਚ ਬੈਠ ਗਏ ਅਤੇ ਉਸਨੇ ਡਰਦੇ ਮਾਰੇ ਨੇ ਆਟੋ ਭਜਾ ਲਿਆ ਅਤੇ ਬਾਅਦ ਵਿੱਚ ਇਹ ਨੌਜਵਾਨ ਆਟੋ ਵਿੱਚੋਂ ਉਤਰ ਕੇ ਭੱਜ ਗਏ।
ਪੁਲੀਸ ਵੱਲੋਂ ਸੀ ਸੀ ਟੀ ਵੀ ਟ੍ਰੇਸ ਕਰਨ ਤੋਂ ਬਾਅਦ ਦੋ ਸ਼ੱਕੀ ਵਿਅਕਤੀਆਂ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਚੰਡੀਗੜ੍ਹ ਪ੍ਰਸ਼ਾਸਨ ਨੇ ਹਮਲੇ ਨਾਲ ਸਬੰਧਤ ਕਿਸੇ ਵੀ ਦੋਸ਼ੀ ਬਾਰੇ ਸੂਚਨਾ ਦੇਣ ਵਾਲੇ ਨੂੰ 2 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਵਲੋਂ ਸੀ ਸੀ ਟੀ ਵੀ ਟ੍ਰੈਕਿੰਗ ਨਾਲ ਪਤਾ ਲੱਗਿਆ ਹੈ ਕਿ ਮੁਲਜ਼ਮ ਸੈਕਟਰ 10 ਵਿੱਚ ਹਮਲਾ ਕਰਨ ਤੋਂ ਬਾਅਦ ਇੱਕ ਆਟੋ ਵਿੱਚ ਸੈਕਟਰ 9 ਵੱਲ ਚਲੇ ਗਏ ਸਨ।
ਚੰਡੀਗੜ੍ਹ ਪੁਲੀਸ ਫਿਲਹਾਲ ਇਸ ਮਾਮਲੇ ਵਿੱਚ ਗੈਂਗਸਟਰ ਅਤੇ ਅੱਤਵਾਦੀ ਦੋਹਾਂ ਐਂਗਲਾਂ ਤੋਂ ਜਾਂਚ ਕਰ ਰਹੀ ਹੈ। ਜਿਸ ਤਰੀਕੇ ਨਾਲ ਇਹ ਹਮਲਾ ਹੋਇਆ ਹੈ, ਇਹ ਕੋਈ ਆਮ ਹਮਲਾ ਨਹੀਂ ਹੈ। ਇਸ ਦੀਆਂ ਤਾਰਾਂ ਇਕ ਵਾਰ ਫਿਰ ਸਰਹੱਦ ਪਾਰ ਬੈਠੇ ਅੱਤਵਾਦੀਆਂ ਵੱਲ ਇਸ਼ਾਰਾ ਕਰ ਰਹੀਆਂ ਹਨ। ਜਿਸ ਵਿੱਚ ਗੈਂਗਸਟਰ ਤੋਂ ਅੱਤਵਾਦੀ ਬਣੇ ਲਖਬੀਰ ਲੰਡਾ ਦਾ ਨਾਮ ਵੀ ਸਾਹਮਣੇ ਆ ਰਿਹਾ ਹੈ। ਲਖਬੀਰ ਸਿੰਘ ਲੰਡਾ ਕੁਝ ਸਾਲ ਪਹਿਲਾਂ ਪਾਕਿਸਤਾਨ ਵਿੱਚ ਮਾਰੇ ਗਏ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦਾ ਕਰੀਬੀ ਹੈ। ਜਿਕਰਯੋਗ ਹੈ ਕਿ ਮੁਹਾਲੀ ਵਿੱਚ ਪੰਜਾਬ ਪੁਲੀਸ ਦੇ ਇੰਟੈਲੀਜੈਂਸ ਹੈੱਡਕੁਆਰਟਰ ਤੇ ਆਰਪੀਜੀ ਹਮਲਾ ਕਰਨ ਵਾਲਾ ਵੀ ਉਹੀ ਅੱਤਵਾਦੀ ਲਖਬੀਰ ਲੰਡਾ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ ਬੰਬ ਧਮਾਕੇ ਤੋਂ ਬਾਅਦ ਚੰਡੀਗੜ੍ਹ ਪੁਲੀਸ ਦਾ ਧਿਆਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਪੰਜਾਬ ਦੀ 2023 ਵਿੱਚ ਦਰਜ ਐਫ ਆਈ ਆਰ ਵੱਲ ਵੀ ਗਿਆ ਹੈ। ਸਪੈਸ਼ਲ ਸੈੱਲ ਵੱਲੋਂ ਉਕਤ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਹਨਾਂ ਨੇ ਪੁਲੀਸ ਨੂੰ ਇਤਲਾਹ ਦਿੱਤੀ ਸੀ ਕਿ ਹਰਵਿੰਦਰ ਸਿੰਘ ਰਿੰਦਾ ਨੇ ਉਸਨੂੰ ਕੁਝ ਸਾਲ ਪਹਿਲਾਂ ਇਸ ਘਰ ਦੀ ਰੇਕੀ ਕਰਨ ਲਈ ਭੇਜਿਆ ਸੀ, ਜਿਸ ਦੀ ਜਾਣਕਾਰੀ ਚੰਡੀਗੜ੍ਹ ਪੁਲੀਸ ਨਾਲ ਵੀ ਸਾਂਝੀ ਕੀਤੀ ਗਈ ਹੈ।
ਹਾਲਾਂਕਿ ਚੰਡੀਗੜ੍ਹ ਪੁਲੀਸ ਨੇ ਇਸ ਮਾਮਲੇ ਵਿੱਚ ਅਜੇ ਤੱਕ ਚੁੱਪੀ ਧਾਰੀ ਹੋਈ ਹੈ। ਫਿਲਹਾਲ ਡੀਜੀਪੀ ਸੁਰਿੰਦਰ ਸਿੰਘ ਯਾਦਵ ਦੀ ਅਗਵਾਈ ਵਿੱਚ ਆਈ ਜੀ ਰਾਜਕੁਮਾਰ, ਐਸ ਐਸ ਪੀ ਕੰਵਰਦੀਪ ਕੌਰ ਸਮੇਤ ਸੀਨੀਅਰ ਅਧਿਕਾਰੀ ਇਸ ਮਾਮਲੇ ਵਿੱਚ ਲੱਗੇ ਹੋਏ ਹਨ। ਚੰਡੀਗੜ੍ਹ ਪੁਲੀਸ ਨੂੰ ਇਸ ਮਾਮਲੇ ਵਿੱਚ ਕਈ ਅਹਿਮ ਜਾਣਕਾਰੀਆਂ ਵੀ ਮਿਲੀਆਂ ਹਨ।
Chandigarh
ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੇ ਹਨ ਮੋਦੀ : ਭਗਵੰਤ ਸਿੰਘ ਮਾਨ
ਹੈਂਕੜਬਾਜ਼ੀ ਛੱਡ ਕੇ ਅੰਦੋਲਨਕਾਰੀ ਕਿਸਾਨਾਂ ਨਾਲ ਗੱਲਬਾਤ ਦਾ ਰਾਹ ਖੋਲ੍ਹਣ ਦੀ ਦਿੱਤੀ ਨਸੀਹਤ
ਚੰਡੀਗੜ੍ਹ, 24 ਦਸੰਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਹਨਾਂ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਤੇ ਇਲਜਾਮ ਲਗਾਇਆ ਕਿ ਉਹ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੇ ਹਨ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਉਨ੍ਹਾਂ ਦੀਆਂ ਹੱਕੀ ਮੰਗਾਂ ਰੱਖਣ ਲਈ ਮੌਕਾ ਤਕ ਦੇਣ ਤੋਂ ਇਨਕਾਰੀ ਹੈ।
ਇੱਥੇ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕੀਤਾ ਕਿ ਆਪੂੰ ਬਣੇ ‘ਗਲੋਬਲ ਲੀਡਰ’ ਨਰਿੰਦਰ ਮੋਦੀ ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਵਿੱਚ ਦਖਲਅੰਦਾਜ਼ੀ ਦੇਣ ਲਈ ਜ਼ਿਆਦਾ ਤਤਪਰ ਹਨ ਪਰ ਦੇਸ਼ ਦੇ ਅੰਨਦਾਤਿਆਂ ਪ੍ਰਤੀ ਪ੍ਰਧਾਨ ਮੰਤਰੀ ਦਾ ਰਵੱਈਆ ਬੇਗਾਨਗੀ ਵਾਲਾ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇਸ਼ ਦੇ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਬੁਰੀ ਤਰ੍ਹਾਂ ਨਜ਼ਰਅੰਦਾਜ਼ ਕਰ ਰਹੀ ਹੈ ਜੋ ਕਿ ਅਤਿ ਨਿੰਦਣਯੋਗ ਹੈ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਜਦੋਂ ਦੇਸ਼ ਅਨਾਜ ਉਤਪਾਦਨ ਦੇ ਗੰਭੀਰ ਸੰਕਟ ਦਾ ਸਾਹਮਣਾ ਕਰ ਰਿਹਾ ਸੀ ਤਾਂ ਸੂਬੇ ਦੇ ਮਿਹਨਤੀ ਕਿਸਾਨਾਂ ਨੇ ਦੇਸ਼ ਨੂੰ ਅਨਾਜ ਪੱਖੋਂ ਆਤਮ ਨਿਰਭਰ ਬਣਾਇਆ। ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨਾਂ ਨੇ ਕੌਮੀ ਅੰਨ ਭੰਡਾਰ ਭਰਨ ਲਈ ਬੇਸ਼ਕੀਮਤੀ ਕੁਦਰਤੀ ਵਸੀਲੇ ਜਰਖੇਜ਼ ਮਿੱਟੀ ਅਤੇ ਪਾਣੀ ਨੂੰ ਦਾਅ ਉਤੇ ਲਾ ਦਿੱਤਾ। ਉਹਨਾਂ ਕਿਹਾ ਕਿ ਕਿਸਾਨਾਂ ਦੇ ਵੱਡੇ ਯੋਗਦਾਨ ਦੇ ਬਾਵਜੂਦ ਕੇਂਦਰ ਸਰਕਾਰ ਨੇ ਉਨ੍ਹਾਂ ਪ੍ਰਤੀ ਵਿਰੋਧੀ ਰਵੱਈਆ ਅਪਣਾਇਆ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਬੜੀ ਹੈਰਾਨੀ ਦੀ ਗੱਲ ਹੈ ਕਿ ਕੇਂਦਰ ਸਰਕਾਰ ਕੌਮੀ ਰਾਜਧਾਨੀ ਤੋਂ 200 ਕਿਲੋਮੀਟਰ ਦੂਰ ਬੈਠੇ ਕਿਸਾਨਾਂ ਨਾਲ ਗੱਲ ਸੁਣਨ ਲਈ ਵੀ ਤਿਆਰ ਨਹੀਂ।
ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਆਪਣਾ ਹੰਕਾਰੀ ਰਵੱਈਆ ਛੱਡਣ ਅਤੇ ਅੰਦੋਲਨਕਾਰੀ ਕਿਸਾਨਾਂ ਨਾਲ ਗੱਲਬਾਤ ਦਾ ਰਾਹ ਖੋਲ੍ਹਣ ਦੀ ਨਸੀਹਤ ਦਿੰਦਿਆਂ ਕਿਹਾ ਕਿ ਕੇਂਦਰ ਨੂੰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਕਿਸੇ ਵਿਸ਼ੇਸ਼ ਮੌਕੇ ਦੀ ਉਡੀਕ ਨਹੀਂ ਕਰਨੀ ਚਾਹੀਦੀ, ਬਲਕਿ ਪਹਿਲ ਦੇ ਆਧਾਰ ਉਤੇ ਕਿਸਾਨਾਂ ਦੀਆਂ ਸ਼ਿਕਾਇਤਾਂ ਦਾ ਹੱਲ ਕਰਨਾ ਚਾਹੀਦਾ ਹੈ।
Chandigarh
ਰਾਜ ਚੋਣ ਕਮਿਸ਼ਨ ਨੇ ਆਦਰਸ਼ ਚੋਣ ਜ਼ਾਬਤਾ ਹਟਾਇਆ
ਚੰਡੀਗੜ੍ਹ, 24 ਦਸੰਬਰ (ਸ.ਬ.) ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਪੰਜਾਬ ਰਾਜ ਦੀਆਂ ਵੱਖ-ਵੱਖ ਨਗਰ ਪਾਲਿਕਾਵਾਂ ਦੀਆਂ ਆਮ/ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਚੋਣ ਪ੍ਰੋਗਰਾਮ ਦੇ ਐਲਾਨ ਉਪਰੰਤ ਚੋਣ ਜਾਬਤਾ ਲਾਗੂ ਕੀਤਾ ਗਿਆ ਸੀ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਆਦਰਸ਼ ਚੋਣ ਜ਼ਾਬਤਾ ਜੋ ਕਿ 08.12.2024 ਤੋਂ ਲਾਗੂ ਕੀਤਾ ਗਿਆ ਸੀ, ਹੁਣ ਚੋਣਾਂ ਦੀ ਸਮਾਪਤੀ ਤੋਂ ਬਾਅਦ, ਰਾਜ ਵਿੱਚ ਸਬੰਧਤ ਨਗਰ ਪਾਲਿਕਾਵਾਂ ਦੇ ਮਾਲ ਅਸਟੇਟ ਵਿੱਚ ਤੁਰੰਤ ਪ੍ਰਭਾਵ ਤੋਂ ਹਟਾ ਦਿੱਤਾ ਗਿਆ ਹੈ।
Chandigarh
ਬਜੁਰਗਾਂ ਦੀ ਸਿਹਤ ਸੰਭਾਲ ਪੰਜਾਬ ਸਰਕਾਰ ਦਾ ਮੁੱਖ ਟੀਚਾ: ਡਾ. ਬਲਜੀਤ ਕੌਰ
ਚੰਡੀਗੜ੍ਹ, 24 ਦਸੰਬਰ (ਸ.ਬ.) ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਬਜੁਰਗਾਂ ਦੀ ਸਿਹਤ ਸੰਭਾਲ ਪੰਜਾਬ ਸਰਕਾਰ ਦਾ ਮੁੱਖ ਟੀਚਾ ਹੈ। ਉਹਨਾਂ ਕਿਹਾ ਕਿ ਵਿਭਾਗ ਵਲੋਂ ਸੂਬੇ ਦੇ ਬਜ਼ੁਰਗਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਲਈ ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਅਧੀਨ ਵਿਭਾਗ ਦੇ ਅਧਿਕਾਰੀ ਘਰ-ਘਰ ਜਾ ਕੇ ਬਜ਼ੁਰਗਾਂ ਦੀ ਸਿਹਤ ਸਬੰਧੀ ਜਾਣਕਾਰੀ ਇੱਕਠੀ ਕਰਨਗੇ।
ਉਹਨਾਂ ਦੱਸਿਆ ਕਿ ਬਜ਼ੁਰਗਾਂ ਦੇ ਜੀਵਨ ਨੂੰ ਸੌਖਾ ਬਣਾਉਣ ਅਤੇ ਉਨ੍ਹਾਂ ਦੀ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਸਿਹਤ ਸਰਵੇਖਣ ਕਰਨ ਲਈ ਉਨ੍ਹਾਂ ਦੀ ਮੁਕੰਮਲ ਜਾਣਕਾਰੀ ਜਰੂਰੀ ਹੈ। ਉਨ੍ਹਾਂ ਕਿਹਾ ਕਿ ਸਾਡੇ ਬਜ਼ੁਰਗ ਸਾਡੇ ਸਮਾਜ ਦਾ ਅਹਿਮ ਹਿੱਸਾ ਹਨ ਅਤੇ ਉਹਨਾਂ ਦੀ ਸਿਹਤ ਸੰਭਾਲ ਕਰਨੀ ਸਾਡੀ ਨੈਤਿਕ ਜਿੰਮੇਵਾਰੀ ਹੈ।
ਉਨ੍ਹਾਂ ਦੱਸਿਆ ਕਿ ਆਂਗਣਵਾੜੀ ਸੁਪਰਵਾਈਜ਼ਰ ਘਰ ਘਰ ਜਾ ਕੇ ਐਮ ਸੇਵਾ ਮੋਬਾਈਲ ਐਪ ਵਿੱਚ ਡਾਟਾ ਇਕੱਠਾ ਕਰਨਗੇ। ਮੋਬਾਈਲ ਐਪ ਹਰੇਕ ਸੁਪਰਵਾਈਜ਼ਰ ਨੂੰ ਨਿਰਧਾਰਤ ਪੈਨਸ਼ਨਰਾਂ ਦੇ ਵੇਰਵੇ ਪ੍ਰਦਰਸ਼ਿਤ ਕਰੇਗੀ। ਇਸ ਵਿੱਚ ਲਾਭਪਾਤਰੀ ਦਾ ਨਾਮ, ਪਿਤਾ-ਪਤੀ ਦਾ ਨਾਮ, ਪਿੰਡ,ਪਤਾ, ਫ਼ੋਨ ਨੰਬਰ, ਉਮਰ ਅਤੇ ਲਿੰਗ ਦੇ ਨਾਲ-ਨਾਲ ਉਹਨਾਂ ਦੀ ਸਿਹਤ ਅਤੇ ਤੰਦਰੁਸਤੀ ਦਾ ਮੁਲਾਂਕਣ ਕਰਨ ਲਈ ਤਿਆਰ ਕੀਤੇ ਗਏ ਸਰਵੇਖਣ ਸ਼ਾਮਲ ਹੈ।
ਉਨ੍ਹਾਂ ਕਿਹਾ ਕਿ ਸੂਬੇ ਭਰ ਦੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰਾਂ, ਬਾਲ ਵਿਕਾਸ ਪ੍ਰਜੈਕਟ ਅਫਸਰਾਂ ਅਤੇ ਸੁਪਰਵਾਈਜ਼ਰਾਂ ਨੂੰ ਬਜੁਰਗਾਂ ਦੇ ਸਿਹਤ ਸਰਵੇਖਣ ਲਈ ਟਰੇਨਿੰਗ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਪੈਨਸ਼ਨਰਾਂ ਦੀ ਪੈਨਸ਼ਨ ਅਧੂਰੀ ਜਾਂ ਗਲਤ ਜਾਣਕਾਰੀ ਕਾਰਨ ਰੋਕੀ ਗਈ ਹੈ, ਉਹ ਡੀ.ਜੀ.ਆਰ ਹੈਲਪਲਾਈਨ (1100) ਰਾਹੀਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ।
-
International2 months ago
ਭਾਰਤੀ ਮੁੱਕੇਬਾਜ਼ ਮਨਦੀਪ ਜਾਂਗੜਾ ਨੇ ਜਿੱਤਿਆ ਡਬਲਯੂ ਬੀ ਐਫ ਵਿਸ਼ਵ ਖਿਤਾਬ
-
International2 months ago
ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਰੱਖਿਆ ਮੰਤਰੀ ਯੋਵ ਗੈਲੈਂਟ ਨੂੰ ਬਰਖਾਸਤ ਕੀਤਾ
-
International2 months ago
ਪਾਕਿਸਤਾਨ ਦੇ ਰੇਲਵੇ ਸਟੇਸ਼ਨ ਤੇ ਹੋਏ ਧਮਾਕੇ ਵਿੱਚ 24 ਵਿਅਕਤੀਆਂ ਦੀ ਮੌਤ, 46 ਜ਼ਖ਼ਮੀ
-
International1 month ago
ਇਟਲੀ ਵਿੱਚ ਸੜਕ ਹਾਦਸੇ ਦੌਰਾਨ ਦੋ ਪੰਜਾਬੀ ਨੌਜਵਾਨਾਂ ਦੀ ਮੌਤ
-
Horscope1 month ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
-
Mohali2 months ago
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਕਾਨੂੰਨੀ ਸੇਵਾਵਾਂ ਦਿਵਸ
-
Mohali2 months ago
ਸz. ਅਮਰੀਕ ਸਿੰਘ ਤਹਿਸੀਲਦਾਰ ਫਾਊਂਡੇਸ਼ਨ ਵੱਲੋਂ ਉਹਨਾਂ ਦੇ 89ਵੇਂ ਜਨਮ ਦਿਨ ਨੂੰ ਸਮਰਪਿਤ ਸਨਮਾਨ ਸਮਾਰੋਹ ਆਯੋਜਿਤ
-
Mohali1 month ago
ਜੂਡੋ ਇੰਟਰ ਕਾਲਜ ਵਿੱਚ ਘਨੌਰ ਕਾਲਜ ਨੇ ਜਿੱਤੇ ਗੋਲ਼ਡ ਮੈਡਲ