Connect with us

Mohali

ਸ਼ਹੀਦੇ ਆਜ਼ਮ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਅੰਤਰਰਾਸ਼ਟਰੀ ਫਲਾਈਟਾਂ ਚਾਲੂ ਕਰਵਾਉਣ ਲਈ ਕਦਮ ਚੁੱਕੇ ਪੰਜਾਬ ਸਰਕਾਰ : ਪਰਵਿੰਦਰ ਸਿੰਘ ਸੋਹਾਣਾ

Published

on

 

 

ਐਸ ਏ ਐਸ ਨਗਰ, 17 ਸਤੰਬਰ (ਸ.ਬ.) ਸ਼੍ਰੋਮਣੀ ਅਕਾਲੀ ਦਲ ਹਲਕਾ ਮੁਹਾਲੀ ਦੇ ਮੁੱਖ ਸੇਵਾਦਾਰ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸ਼ਹੀਦੇ ਆਜ਼ਮ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਅੰਤਰਰਾਸ਼ਟਰੀ ਫਲਾਈਟਾਂ ਚਾਲੂ ਕਰਵਾਉਣ ਲਈ ਕਦਮ ਚੁੱਕੇ।

ਉਹਨਾਂ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 25 ਸਤੰਬਰ ਨੂੰ ਮੁਹਾਲੀ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਉੱਤੇ ਸ਼ਹੀਦ ਭਗਤ ਸਿੰਘ ਦਾ ਬੁੱਤ ਲਗਾਉਣ ਦੇ ਫੈਸਲੇ ਦਾ ਸਵਾਗਤ ਕਰਦੇ ਹਨ ਪਰੰਤੂ ਸਿਰਫ ਭਗਤ ਸਿੰਘ ਦਾ ਬੁਤ ਲਗਾਉਣ ਨਾਲ ਗੱਲ ਨਹੀਂ ਬਣਦੀ ਅਤੇ ਜਦੋਂ ਤੱਕ ਇਹ ਹਵਾਈ ਅੱਡੇ ਤੋਂ ਅੰਤਰਰਾਸ਼ਟਰੀ ਫਲਾਈਟਾਂ ਸ਼ੁਰੂ ਨਹੀਂ ਹੁੰਦੀਆਂ ਇਹ ਸਿਰਫ ਨਾਮ ਦਾ ਹੀ ਅੰਤਰਰਾਸ਼ਟਰੀ ਹਵਾਈ ਅੱਡਾ ਬਣ ਕੇ ਰਹਿ ਗਿਆ ਹੈ।

ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਬਣਾਇਆ ਗਿਆ ਇਹ ਅੰਤਰਰਾਸ਼ਟਰੀ ਹਵਾਈ ਅੱਡਾ ਕੇਂਦਰ ਸਰਕਾਰ ਦੀ ਸੌੜੀ ਸੋਚ ਕਾਰਨ ਅਤੇ ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਯੋਗ ਉਪਰਾਲੇ ਨਾ ਕੀਤੇ ਜਾਣਕਾਰ ਲੋਕਲ ਹਵਾਈ ਅੱਡਾ ਬਣ ਕੇ ਰਹਿ ਗਿਆ ਹੈ। ਉਹਨਾਂ ਕਿਹਾ ਕਿ ਇਹ ਹਵਾਈ ਅੱਡਾ ਪੂਰੇ ਉੱਤਰੀ ਭਾਰਤ ਨੂੰ ਵਧੀਆ ਸੇਵਾਵਾਂ ਦੇ ਸਕਦਾ ਹੈ ਪਰ ਜਾਣ ਬੁਝ ਕੇ ਇਸ ਨੂੰ ਅੰਤਰਰਾਸ਼ਟਰੀ ਫਲਾਈਟਾਂ ਨਹੀਂ ਦਿੱਤੀਆਂ ਜਾ ਰਹੀਆਂ। ਉਹਨਾਂ ਪੰਜਾਬ ਦੇ ਮੁੱਖ ਮੰਤਰੀ ਤੋ ਮੰਗ ਕੀਤੀ ਕਿ ਉਹ ਇਸ ਮਸਲੇ ਨੂੰ ਪੂਰੇ ਜ਼ੋਰ ਸ਼ੋਰ ਨਾਲ ਕੇਂਦਰ ਸਰਕਾਰ ਕੋਲ ਚੁੱਕਣ ਅਤੇ ਇੱਥੋਂ ਅੰਤਰਰਾਸ਼ਟਰੀ ਫਲਾਈਟਾਂ ਚਾਲੂ ਕਰਵਾਉਣ ਨਹੀਂ ਤਾਂ ਇਹ ਮੰਨਿਆ ਜਾਵੇਗਾ ਕਿ ਮੁੱਖ ਮੰਤਰੀ ਸਿਰਫ ਫੋਕੀ ਸ਼ੋਹਰਤ ਖੱਟਣ ਵਾਸਤੇ ਅਤੇ ਅਖਬਾਰਾਂ ਵਿੱਚ ਸੁਰਖੀਆਂ ਬਣਾਉਣ ਲਈ ਅਜਿਹੀਆਂ ਕਾਰਵਾਈਆਂ ਕਰ ਰਹੇ ਹਨ ਜਿਵੇਂ ਕਿ ਅੱਗੇ ਵੀ ਉਹ ਪੂਰੇ ਪੰਜਾਬ ਵਿੱਚ ਪੰਜਾਬੀਆਂ ਦਾ ਕਰੋੜਾਂ ਰੁਪਈਆ ਇਸ਼ਤਿਹਾਰਬਾਜ਼ੀ ਉੱਤੇ ਖਰਚ ਕਰ ਚੁੱਕੇ ਹਨ।

ਉਹਨਾਂ ਕਿਹਾ ਕਿ ਮੁਹਾਲੀ ਤੋਂ ਅੰਤਰਰਾਸ਼ਟਰੀ ਫਲਾਈਟਾਂ ਸ਼ੁਰੂ ਹੋਣ ਨਾਲ ਦਿੱਲੀ ਦੇ ਹਵਾਈ ਅੱਡੇ ਉੱਤੇ ਭਾਰੀ ਭੀੜ ਤੋਂ ਵੀ ਕਾਫੀ ਹੱਦ ਤੱਕ ਛੁਟਕਾਰਾ ਮਿਲ ਸਕਦਾ ਹੈ ਪਰ ਕੇਂਦਰ ਸਰਕਾਰ ਜਾਣ ਬੁਝ ਕੇ ਇਸ ਮਸਲੇ ਨੂੰ ਲਮਕਾ ਰਹੀ ਹੈ।

ਉਹਨਾਂ ਕਿਹਾ ਕਿ ਜੇਕਰ ਇੱਥੋਂ ਅੰਤਰਰਾਸ਼ਟਰੀ ਫਲਾਈਟਾਂ ਸ਼ੁਰੂ ਹੁੰਦੀਆਂ ਹਨ ਤਾਂ ਇਸ ਨਾਲ ਨਾ ਸਿਰਫ ਪੰਜਾਬੀਆਂ ਸਗੋਂ ਹਰਿਆਣਾ ਹਿਮਾਚਲ ਅਤੇ ਜੰਮੂ ਅਤੇ ਕਸ਼ਮੀਰ ਤੋਂ ਵਿਦੇਸ਼ ਜਾਣ ਵਾਲੇ ਲੋਕਾਂ ਦਾ ਸਮਾਂ ਅਤੇ ਪੈਸਾ ਦੋਵੇਂ ਬਚਣਗੇ ਅਤੇ ਇਸ ਖਿੱਤੇ ਦੇ ਵਪਾਰ ਨੂੰ ਵੀ ਭਾਰੀ ਲਾਭ ਹੋਵੇਗਾ। ਪਰ ਕੇਂਦਰ ਸਰਕਾਰ ਪੰਜਾਬੀਆਂ ਨਾਲ ਖਾਸ ਤੌਰ ਤੇ ਵਿਤਕਰਾ ਕਰ ਰਹੀ ਹੈ ਅਤੇ ਇਸ ਕਰਕੇ ਇਥੋਂ ਅੰਤਰਰਾਸ਼ਟਰੀ ਫਲਾਈਟਾਂ ਆਰੰਭ ਨਹੀਂ ਕੀਤੀਆਂ ਜਾ ਰਹੀਆਂ।

ਇਸ ਮੌਕੇ ਉਹਨਾਂ ਦੇ ਨਾਲ ਜਸਬੀਰ ਸਿੰਘ ਜੱਸਾ ਸਾਬਕਾ ਚੇਅਰਮੈਨ, ਸੁਖਵਿੰਦਰ ਸਿੰਘ ਛਿੰਦੀ ਬੱਲੋਮਾਜਰਾ, ਕਰਮਜੀਤ ਸਿੰਘ ਨੰਬਰਦਾਰ ਮੋਲੀ ਬੈਦਵਾਣ, ਅਮਨ ਪੂਨੀਆ, ਸੁਖਬੀਰ ਸਿੰਘ ਲਖਨੌਰ, ਸੁਖਮਨ ਸਿੰਘ ਦੈੜੀ, ਜੀਤ ਸਿੰਘ ਵੀ ਹਾਜ਼ਰ ਸਨ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending