Mohali
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜਿਲ੍ਹੇ ਵਿੱਚ ਘੱਟੋ-ਘੱਟ ਉਜਰਤਾਂ ਦੀ ਵਿਵਸਥਾ ਨੂੰ ਯਕੀਨੀ ਬਣਾਉਣ ਲਈ ਕਿਹਾ
ਅਣ ਸਿੱਖਿਅਤ ਕਾਮਿਆਂ ਲਈ ਘੱਟੋ ਘੱਟ ਉਜਰਤ 10899 ਰੁਪਏ, ਅਰਧ-ਸਿੱਖਿਅਤ ਕਾਮਿਆਂ ਲਈ 11679 ਰੁਪਏ, ਸਿੱਖਿਅਤ ਕਾਮਿਆਂ ਲਈ 12576 ਰੁਪਏ ਅਤੇ ਉੱਚ-ਸਿੱਖਿਅਤ ਕਾਮਿਆਂ ਲਈ 13608 ਰੁਪਏ ਮਹੀਨਾ ਨਿਰਧਾਰਿਤ
ਐਸ ਏ ਐਸ ਨਗਰ, 5 ਅਕਤੂਬਰ (ਸ.ਬ.) ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਰਤ ਕਮਿਸ਼ਨਰ, ਪੰਜਾਬ ਵੱਲੋਂ ਜਾਰੀ ਨੋਟੀਫਿਕੇਸ਼ਨ ਰਾਹੀਂ ਜਿਲ੍ਹੇ ਵਿੱਚ ਚਾਲੂ ਮਾਲੀ ਸਾਲ ਦੌਰਾਨ ਘੱਟੋ-ਘੱਟ ਉਜਰਤਾਂ ਦੀ ਵਿਵਸਥਾ ਨੂੰ ਬਣਾਉਣ ਲਈ ਕਿਹਾ ਹੈ। ਇਸ ਨੋਟੀਫਿਕੇਸ਼ਨ ਮੁਤਾਬਕ ਅਣ-ਸਿੱਖਿਅਤ ਕਾਮਿਆਂ, ਜਿਨ੍ਹਾਂ ਕਰਮਚਾਰੀਆਂ ਨੂੰ ਕੋਈ ਕੰਮ ਦੀ ਜਾਣਕਾਰੀ ਨਾ ਹੋਵੇ ਲਈ ਪ੍ਰਤੀ ਮਹੀਨਾ 10899.82 ਰੁਪਏ (ਪ੍ਰਤੀ ਦਿਨ 419.22 ਰੁਪਏ) ਅਤੇ ਪ੍ਰਤੀ ਘੰਟਾ 52.40 ਰੁਪਏ ਦੀ ਘੱਟੋ-ਘੱਟ ਉਜਰਤ ਨਿਸ਼ਚਿਤ ਕੀਤੀ ਗਈ ਹੈ।
ਅਰਧ-ਸਿੱਖਿਅਤ ਕਾਮੇ, ਜਿਹੜੇ ਆਪਣੇ ਕੰਮ ਦੀ ਥੋੜੀ ਬਹੁਤੀ ਜਾਣਕਾਰੀ ਰੱਖਦੇ ਹੋਣ ਜਾਂ ਉਹਨਾਂ ਕੋਲ ਡਿਪਲੋਮਾ ਹੋਲਡਰ, ਆਈ. ਟੀ. ਆਈ ਦਾ ਸਰਟੀਫਿਕੇਟ ਹੋਵੇ ਜਾਂ 10 ਸਾਲ ਦੇ ਕੰਮ ਦਾ ਤਜਰਬਾ ਹੋਵੇ ਲਈ ਪ੍ਰਤੀ ਮਹੀਨਾ 11679.82 ਰੁਪਏ (ਪ੍ਰਤੀ ਦਿਨ 449.22 ਰੁਪਏ) ਅਤੇ ਪ੍ਰਤੀ ਘੰਟਾ 56.15 ਰੁਪਏ ਦੀ ਘੱਟੋ-ਘੱਟ ਉਜਰਤ ਨਿਸ਼ਚਿਤ ਕੀਤੀ ਗਈ ਹੈ।
ਸਿੱਖਿਅਤ ਕਰਮੀ ਜਿਨ੍ਹਾਂ ਨੂੰ ਆਪਣੇ ਕੰਮ ਦੀ ਪੂਰੀ ਜਾਣਕਾਰੀ ਹੋਵੇ, ਇਸ ਤੋਂ ਇਲਾਵਾ ਕਿਸੇ ਤਕਨੀਕੀ ਅਦਾਰੇ ਤੋਂ ਟਰੇਨਿੰਗ ਲਈ ਹੋਵੇ ਜਾਂ ਪੋਲਟੈਕਨੀਕਲ ਕਾਲਜ ਤੋਂ 3 ਸਾਲ ਦਾ ਡਿਪਲੋਮਾ ਕੀਤਾ ਹੋਵੇ ਲਈ ਪ੍ਰਤੀ ਮਹੀਨਾ 12576.82 ਰੁਪਏ, (ਪ੍ਰਤੀ ਦਿਨ 483.72 ਰੁਪਏ) ਅਤੇ ਪ੍ਰਤੀ ਘੰਟਾ 60.46 ਰੁਪਏ ਦੀ ਘੱਟੋ-ਘੱਟ ਉਜਰਤ ਨਿਸ਼ਚਿਤ ਕੀਤੀ ਗਈ ਹੈ।
ਉੱਚ ਸਿੱਖਿਅਤ ਕਰਮੀ, ਜਿਹੜੇ ਆਪਣੇ ਕੰਮ ਵਿੱਚ ਪੂਰੀ ਤਰ੍ਹਾਂ ਜਾਣੂ ਹੋਣ, ਉਨ੍ਹਾਂ ਕੋਲ ਟੈਕਨੀਕਲ ਜਾਂ ਪ੍ਰੋਫੈਸ਼ਨਲ ਟ੍ਰੇਨਿੰਗ ਹੋਵੇ ਜਾਂ ਕਿਸੇ ਸਰਕਾਰੀ/ਮਾਨਤਾ ਪ੍ਰਾਪਤ ਬੋਰਡ ਜਾਂ ਯੂਨੀਵਰਸਿਟੀ ਤੋਂ ਇੰਜਨੀਅਰਿੰਗ ਜਾਂ ਪ੍ਰੋਫੈਸ਼ਨਲ ਗਰੈਜੂਏਟ ਹੋਵੇ ਅਤੇ ਪੂਰੀ ਜਿੰਮੇਵਾਰੀ ਨਾਲ ਫੈਸਲਾ ਲੈ ਸਕੇ ਲਈ ਪ੍ਰਤੀ ਮਹੀਨਾ 13608.82 ਰੁਪਏ (ਪ੍ਰਤੀ ਦਿਨ 523.41 ਰੁਪਏ) ਅਤੇ ਪ੍ਰਤੀ ਘੰਟਾ 65.42 ਰੁਪਏ ਦੀ ਘੱਟੋ-ਘੱਟ ਉਜਰਤ ਨਿਸ਼ਚਿਤ ਕੀਤੀ ਗਈ ਹੈ।
ਇਸ ਤੋਂ ਇਲਾਵਾ ਦਫ਼ਤਰੀ ਸਟਾਫ਼ ਕੈਟਾਗਿਰੀ ਏ, ਬੀ, ਸੀ ਅਤੇ ਡੀ ਲਈ ਵੀ ਘੱਟੋ-ਘੱਟ ਉਜਰਤ ਨਿਸ਼ਚਿਤ ਕੀਤੀ ਗਈ ਹੈ। ਕੈਟਾਗਿਰੀ ਏ ਜਿਸ ਵਿੱਚ ਪੋਸਟ ਗ੍ਰੈਜੂਏਸ਼ਨ ਡਿਗਰੀ/ਐਮਬੀਏ/ਮਾਰਕੀਟਿੰਗ/ਵਿੱਤ/ਮਨੁੱਖੀ ਸੰਸਾਧਨ ਵਿਕਾਸ ਅਤੇ ਜਾਂ ਕੰਪਨੀ ਸਕੱਤਰ ਦੇ ਬਰਾਬਰ ਜਾਂ ਕੋਈ ਪੇਸ਼ੇਵਰ ਡਿਗਰੀ ਵਾਲਾ ਵਿਅਕਤੀ ਲਈ ਪ੍ਰਤੀ ਮਹੀਨਾ 16069.82 ਰੁਪਏ (ਪ੍ਰਤੀ ਦਿਨ 618.07 ਰੁਪਏ) ਅਤੇ ਪ੍ਰਤੀ ਘੰਟਾ 77.25 ਰੁਪਏ ਘੱਟੋ-ਘੱਟ ਉਜਰਤ ਨਿਸ਼ਚਿਤ ਕੀਤੀ ਗਈ ਹੈ। ਕੈਟਾਗਿਰੀ ਬੀ ਜਿਸ ਵਿੱਚ ਕਿਸੇ ਵੀ ਵਿਸ਼ੇ ਵਿੱਚ ਗ੍ਰੈਜੂਏਟ ਸਮੇਤ ਸਟੈਨੋਗ੍ਰਾਫੀ ਵਿੱਚ ਡਿਪਲੋਮਾ/ਸਰਟੀਫਿਕੇਟ ਕੋਰਸ ਜਾਂ ਕੰਪਿਊਟਰ ਐਪਲੀਕੇਸ਼ਨ ਅਕਾਉਂਟੈਂਸੀ ਵਿੱਚ ਡਿਪਲੋਮਾ ਜਾਂ ਸੁਪਰਵਾਈਜ਼ਰੀ ਸਟਾਫ ਜਿਸ ਨੇ ਸੁਤੰਤਰ ਫੈਸਲਾ ਲੈਣਾ ਹੁੰਦਾ ਹੈ ਲਈ ਪ੍ਰਤੀ ਮਹੀਨਾ 14399.82 ਰੁਪਏ (ਪ੍ਰਤੀ ਦਿਨ 553.83 ਰੁਪਏ) ਅਤੇ ਪ੍ਰਤੀ ਘੰਟਾ 69.22 ਰੁਪਏ ਘੱਟੋ-ਘੱਟ ਉਜਰਤ ਨਿਸ਼ਚਿਤ ਕੀਤੀ ਗਈ ਹੈ। ਕੈਟਾਗਿਰੀ ਸੀ ਜਿਸ ਵਿੱਚ ਇੱਕ ਵਿਅਕਤੀ ਜੋ ਮੈਟ੍ਰਿਕ ਤੋਂ ਉਪਰ ਹੈ (ਪਰ ਗ੍ਰੈਜੂਏਟ ਜਾਂ ਅੰਡਰਗਰੈਜੂਏਟ ਨਹੀਂ ਹੈ) ਲਈ ਪ੍ਰਤੀ ਮਹੀਨਾ 12899.82 ਰੁਪਏ (ਪ੍ਰਤੀ ਦਿਨ 496.14 ਰੁਪਏ) ਪ੍ਰਤੀ ਘੰਟਾ 62.01 ਰੁਪਏ ਘੱਟੋ-ਘੱਟ ਉਜਰਤ ਨਿਸ਼ਚਿਤ ਕੀਤੀ ਗਈ ਹੈ। ਕੈਟਾਗਿਰੀ ਡੀ ਜਿਸ ਵਿੱਚ ਕੋਈ ਵੀ ਦਰਜਾ ਚਾਰ ਕਰਮਚਾਰੀ (ਕੱਚਾ, ਠੇਕੇਦਾਰ ਦੁਆਰਾ ਜਾਂ ਠੇਕੇ ਦੇ ਅਧਾਰ ਤੇ ਜੋ ਮੈਟ੍ਰਿਕ ਪਾਸ ਹੈ, ਲਈ ਪ੍ਰਤੀ ਮਹੀਨਾ 11699.82 ਰੁਪਏ (ਪ੍ਰਤੀ ਦਿਨ 449.99 ਰੁਪਏ) ਅਤੇ ਪ੍ਰਤੀ ਘੰਟਾ 56.24 ਰੁਪਏ ਘੱਟੋ-ਘੱਟ ਉਜਰਤ ਨਿਸ਼ਚਿਤ ਕੀਤੀ ਗਈ ਹੈ।
ਇਸ ਤੋਂ ਇਲਾਵਾ ਖੇਤੀਬਾੜੀ ਰੋਜ਼ਗਾਰ ਵਿੱਚ ਅਟੈਚਡ ਲੇਬਰ ਦੀਆਂ ਘੱਟੋ ਘੱਟ ਉਜਰਤਾਂ (ਅਣ-ਸਿਖਿੱਅਤ ਕਾਮੇ) 74147.72 ਰੁਪਏ (ਸਾਲਾਨਾ ਖਾਣੇ ਸਮੇਤ ਜਾਂ ਬਰਾਬਰ ਦੇ ਅਨਾਜ ਦੇ ਸਮੇਤ) ਸਾਲਾਨਾ ਨਿਯਤ ਕੀਤੀ ਗਈ ਹੈ। ਹੋਰ ਖੇਤੀਬਾੜੀ ਮਜ਼ਦੂਰੀ ਖਾਣੇ ਸਮੇਤ 393.30 ਰੁਪਏ ਅਤੇ ਬਗੈਰ ਖਾਣੇ ਦੇ 437.26 ਰੁਪਏ ਰੋਜ਼ਾਨਾ ਆਧਾਰ ਤੇ ਨਿਸ਼ਚਿਤ ਕੀਤੀ ਗਈ ਹੈ। ਭੱਠਿਆਂ ਨਾਲ ਸਬੰਧਤ ਕਾਮਿਆਂ ਲਈ ਪ੍ਰਤੀ 1000 ਇੱਟਾ ਜਾਂ ਟਾਈਲਾਂ ਦੀ ਉਜਰਤ ਪਥੇਰਾ ਜਮਾਂਦਾਰੀ ਕਮਿਸ਼ਨ ਸਮੇਤ ਇੱਟਾਂ 898.50 ਰੁਪਏ, ਟਾਈਲਾਂ 999.86 ਰੁਪਏ, ਪਥੇਰਾ ਜਮਾਂਦਾਰੀ ਕਮਿਸ਼ਨ ਬਿਨ੍ਹਾਂ ਇੱਟਾਂ 845.99 ਰੁਪਏ, ਟਾਈਲਾਂ 952.06 ਰੁਪਏ, ਭਰਾਈ ਵਾਲਾ ਪਸ਼ੂ ਸ਼ਕਤੀ ਨਾਲ (ਖੋਤਾ, ਖੱਚਰ, ਰੇੜੀ, ਠੇਲਾ) 333.84 ਰੁਪਏ, ਮਕੈਨੀਕਲ ਪਾਵਰ ਨਾਲ (ਟੈਂਪੂ, ਮੋਟਰ ਗੱਡੀ) 290.40 ਰੁਪਏ, ਟਰੱਕ ਜਾਂ ਟਰਾਲੀ ਵਿੱਚ ਲਦਾਈ ਅਤੇ ਉਤਰਾਈ (ਪੱਕੀ ਇੱਟ) 247.83 ਰੁਪਏ, ਚਿਨਾਈ ਵਾਲਾ 67.09 ਰੁਪਏ, ਕੇਰੀ ਵਾਲਾ 56.45 ਰੁਪਏ, ਨਿਕਾਸੀ ਵਾਲਾ 214.04 ਰੁਪਏ, ਮਿਸਤਰੀ 166.41 ਰੁਪਏ ਘੱਟੋ-ਘੱਟ ਨਿਯਤ ਕੀਤੀ ਗਈ ਹੈ।
ਇਸ ਦੇ ਨਾਲ ਹੀ ਦਰਜਾ ਚਾਰ ਦੇ ਕੰਨਟਨਜੈਂਸੀ ਪੇਡ ਦੇ ਪਾਰਟ ਟਾਈਮ ਕਰਮਚਾਰੀ ਜੋ ਇੱਕ ਤੋਂ ਵੱਧ ਸਰਕਾਰੀ ਦਫਤਰਾਂ ਵਿੱਚ ਕੰਮ ਕਰਦੇ ਹਨ, ਉਨ੍ਹਾਂ ਦੀ ਤਨਖਾਹ ਨਿਰਧਾਰਤ ਕੀਤੀ ਗਈ ਤਨਖਾਹ ਤੋਂ ਵਧਣੀ ਨਹੀਂ ਚਾਹੀਦੀ। ਕਰਮਚਾਰੀਆਂ ਨੂੰ ਹਫਤੇ ਵਿੱਚ ਇੱਕ ਛੁੱਟੀ ਦਿੱਤੀ ਜਾਵੇਗੀ। ਜੇਕਰ ਕਰਮਚਾਰੀ ਨੂੰ ਕਿਸੇ ਜ਼ਰੂਰੀ ਕੰਮ ਕਾਰਨ ਛੁੱਟੀ ਨਹੀਂ ਦਿੱਤੀ ਗਈ ਤਾਂ ਉਸਨੂੰ ਇੱਕ ਦਿਨ ਦੀ ਉਜ਼ਰਤ ਦਿੱਤੀ ਜਾਣੀ ਹੈ। ਲੇਬਰ ਐਕਟ ਮੁਤਾਬਿਕ ਜੋ ਸਹੂਲਤਾਂ ਬਣਦੀਆਂ ਹਨ, ਉਹ ਵੀ ਕਰਮਚਾਰੀਆਂ ਨੂੰ ਦਿੱਤੀਆਂ ਜਾਣੀਆਂ ਬਣਦੀਆਂ ਹਨ।
Mohali
ਫੌਜੀ ਸਮੇਤ ਦੋ ਨੌਜਵਾਨਾਂ ਨੂੰ ਝੂਠੇ ਪੁਲੀਸ ਮੁਕਾਬਲੇ ਵਿੱਚ ਮਾਰਨ ਵਾਲਾ ਐਸ. ਐਚ. ਓ ਅਤੇ ਥਾਣੇਦਾਰ ਦੋਸ਼ੀ ਕਰਾਰ, 4 ਫਰਵਰੀ ਨੂੰ ਸੁਣਾਈ ਜਾਵੇਗੀ ਸਜਾ
ਸੀ. ਬੀ. ਆਈ ਅਦਾਲਤ ਨੇ ਸ਼ੱਕ ਦੇ ਅਧਾਰ ਤੇ ਸਾਬਕਾ ਐਸ. ਪੀ ਅਤੇ ਤਤਕਾਲੀ ਡੀ. ਐਸ. ਪੀ ਨੂੰ ਕੀਤਾ ਬਰੀ
ਐਸ ਏ ਐਸ ਨਗਰ, 31ਜਨਵਰੀ (ਪਰਵਿੰਦਰ ਕੌਰ ਜੱਸੀ) 1992 ਵਿੱਚ ਪੰਜਾਬ ਪੁਲੀਸ ਵਲੋਂ ਦੋ ਨੌਜਵਾਨਾਂ ਬਲਦੇਵ ਸਿੰਘ ਦੇਬਾ ਅਤੇ ਲਖਵਿੰਦਰ ਸਿੰਘ ਲੱਖਾ ਉਰਫ ਫੋਰਡ ਨੂੰ ਝੂਠੇ ਪੁਲੀਸ ਮੁਕਾਬਲੇ ਵਿੱਚ ਮਾਰਨ ਦੇ ਮਾਮਲੇ ਵਿੱਚ ਮੁਹਾਲੀ ਵਿਚਲੀ ਸੀ. ਬੀ. ਆਈ ਦੀ ਅਦਾਲਤ ਦੇ ਵਿਸ਼ੇਸ਼ ਜੱਜ ਰਾਕੇਸ਼ ਕੁਮਾਰ ਗੁਪਤਾ ਦੀ ਅਦਾਲਤ ਵਲੋਂ ਉਸ ਸਮੇਂ ਦੇ ਐਸ. ਐਚ. ਓ ਮਜੀਠਾ ਰਹੇ ਗੁਰਭਿੰਦਰ ਸਿੰਘ ਅਤੇ ਸਾਬਕਾ ਏ. ਐਸ. ਆਈ ਪਰਸ਼ੋਤਮ ਸਿੰਘ ਨੂੰ ਕਤਲ ਦੀ ਧਾਰਾ 302, 120-ਬੀ ਅਤੇ ਧਾਰਾ 218 ਵਿੱਚ ਦੋਸ਼ੀ ਠਹਿਰਾਉਂਦਿਆਂ ਹਿਰਾਸਤ ਵਿੱਚ ਲੈਣ ਦੇ ਹੁਕਮ ਦਿੱਤੇ ਹਨ। ਅਦਾਲਤ ਵਲੋਂ ਉਕਤ ਦੋਵਾਂ ਦੋਸ਼ੀਆਂ ਨੂੰ ਸਜਾ ਸੁਣਾਉਣ ਲਈ 4 ਫਰਵਰੀ ਦੀ ਤਰੀਕ ਨਿਸ਼ਚਿਤ ਕੀਤੀ ਹੈ। ਅਦਾਲਤ ਨੇ ਸਾਬਕਾ ਐਸ. ਪੀ. ਚਮਨ ਲਾਲ ਅਤੇ ਉਸ ਸਮੇਂ ਰਹੇ ਡੀ. ਐਸ. ਪੀ. ਐਸ. ਐਸ. ਸਿੱਧੂ ਨੂੰ ਸ਼ੱਕ ਦਾ ਲਾਭ ਦਿੰਦੇ ਹੋਏ ਬਰੀ ਕਰ ਦਿੱਤਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ 13.9.1992 ਨੂੰ ਮਜੀਠਾ ਅਤੇ ਅੰਮ੍ਰਿਤਸਰ ਦੀ ਪੁਲੀਸ ਪਾਰਟੀ ਨੇ ਦੋ ਨੌਜਵਾਨਾਂ ਨੂੰ ਪੁਲੀਸ ਮੁਕਾਬਲੇ ਵਿਚ ਮਾਰੇ ਗਏ ਦਿਖਾਇਆ ਸੀ। ਉਸ ਸਮੇਂ ਦੇ ਸੀਨੀਅਰ ਪੁਲੀਸ ਅਧਿਕਾਰੀਆਂ ਵਲੋਂ ਦਾਅਵਾ ਕੀਤਾ ਗਿਆ ਸੀ ਕਿ ਦੋਵੇਂ ਕੱਟੜ ਅੱਤਵਾਦੀ ਸਨ, ਜਿਨ੍ਹਾਂ ਦੇ ਸਿਰ ਤੇ ਇਨਾਮ ਸੀ ਅਤੇ ਉਹ ਕਤਲ, ਜਬਰੀ ਵਸੂਲੀ, ਲੁੱਟ-ਖਸੁੱਟ ਆਦਿ ਦੇ ਸੈਂਕੜੇ ਮਾਮਲਿਆਂ ਵਿਚ ਸ਼ਾਮਲ ਸਨ। ਉਕਤ ਨੌਜਵਾਨਾਂ ਉੱਤੇ ਹਰਭਜਨ ਸਿੰਘ ਉਰਫ਼ ਸ਼ਿੰਡੀ ਤੇ ਪੰਜਾਬ ਦੀ ਬੇਅੰਤ ਸਿੰਘ ਸਰਕਾਰ ਵਿਚ ਤਤਕਾਲੀ ਕੈਬਨਿਟ ਮੰਤਰੀ ਗੁਰਮੇਜ ਸਿੰਘ ਦੇ ਪੁੱਤਰ ਦੇ ਕਤਲ ਦਾ ਦੋਸ਼ ਸੀ।
1995 ਵਿਚ ਸੀ.ਬੀ.ਆਈ ਵਲੋਂ ਸੁਪਰੀਮ ਕੋਰਟ ਦੇ ਹੁਕਮਾਂ ਤੇ ਇਸ ਮਾਮਲੇ ਦੀ ਜਾਂਚ ਕੀਤੀ ਗਈ ਸੀ। ਜਾਂਚ ਦੌਰਾਨ ਇਹ ਸਾਹਮਣੇ ਆਇਆ ਕਿ ਬਲਦੇਵ ਸਿੰਘ ਉਰਫ਼ ਦੇਬਾ (ਜੋ ਭਾਰਤੀ ਫੌਜ ਵਿਚ ਬਤੌਰ ਸਿਪਾਹੀ ਸ਼੍ਰੀਨਗਰ ਸਟੇਸ਼ਨ ਵਿਖੇ ਤੈਨਾਤ ਸੀ) ਕੁਝ ਦਿਨਾਂ ਦੀ ਛੁੱਟੀ ਤੇ ਆਪਣੇ ਘਰ ਆਇਆ ਹੋਇਆ ਸੀ ਅਤੇ ਉਸਨੂੰ ਐਸ. ਆਈ ਮਹਿੰਦਰ ਸਿੰਘ ਅਤੇ ਹਰਭਜਨ ਸਿੰਘ ਦੀ ਅਗਵਾਈ ਵਾਲੀ ਪੁਲੀਸ ਪਾਰਟੀ ਨੇ 6.9.1992 ਨੂੰ ਪਿੰਡ ਬਾਸਰਕੇ ਭੈਣੀ ਵਿਖੇ ਉਸਦੇ ਘਰ ਤੋਂ ਚੁੱਕਿਆ ਸੀ। ਲਖਵਿੰਦਰ ਸਿੰਘ ਉਰਫ਼ ਲੱਖਾ ਫੋਰਡ ਵਾਸੀ ਪਿੰਡ ਸੁਲਤਾਨਵਿੰਡ ਨੂੰ ਵੀ 12.9.1992 ਨੂੰ ਅੰਮ੍ਰਿਤਸਰ ਦੇ ਪ੍ਰੀਤ ਨਗਰ ਵਿਖੇ ਉਸਦੇ ਕਿਰਾਏ ਦੇ ਘਰ ਤੋਂ ਥਾਣਾ ਮਜੀਠਾ ਦੇ ਐਸ. ਆਈ ਗੁਰਭਿੰਦਰ ਸਿੰਘ ਦੀ ਅਗਵਾਈ ਵਾਲੀ ਪੁਲੀਸ ਪਾਰਟੀ ਨੇ ਕੁਲਵੰਤ ਸਿੰਘ ਦੇ ਨਾਲ ਗ੍ਰਿਫ਼ਤਾਰ ਕੀਤਾ ਸੀ, ਪਰ ਬਾਅਦ ਵਿਚ ਕੁਲਵੰਤ ਸਿੰਘ ਨੂੰ ਛੱਡ ਦਿੱਤਾ ਗਿਆ।
ਜਾਂਚ ਦੌਰਾਨ ਸੀ.ਬੀ.ਆਈ ਨੇ ਪਾਇਆ ਕਿ ਥਾਣਾ ਛੇਹਰਟਾ ਦੀ ਪੁਲੀਸ ਨੇ ਦੇਬਾ ਅਤੇ ਲੱਖਾ ਨੂੰ ਮੰਤਰੀ ਦੇ ਪੁੱਤਰ (ਜਿਸਦੀ 23.7.1992 ਨੂੰ ਹੱਤਿਆ ਕੀਤੀ ਗਈ ਸੀ) ਦੇ ਕਤਲ ਕੇਸ ਵਿਚ ਝੂਠਾ ਫਸਾਇਆ ਸੀ ਅਤੇ 12.9.1992 ਨੂੰ ਉਸ ਕਤਲ ਕੇਸ ਵਿਚ ਬਲਦੇਵ ਸਿੰਘ ਉਰਫ ਦੇਬਾ ਦੀ ਗ੍ਰਿਫ਼ਤਾਰੀ ਦਿਖਾਈ ਸੀ ਅਤੇ 13.9.1992 ਨੂੰ ਦੋਵਾਂ ਨੂੰ ਮਾਰ ਦਿੱਤਾ ਗਿਆ ਸੀ।
ਪੁਲੀਸ ਨੇ ਕਹਾਣੀ ਘੜੀ ਸੀ ਕਿ ਬਲਦੇਵ ਸਿੰਘ ਉਰਫ ਦੇਬਾ ਨੂੰ ਹਥਿਆਰਾਂ ਅਤੇ ਗੋਲਾ ਬਾਰੂਦ ਦੀ ਬਰਾਮਦਗੀ ਲਈ ਲਿਜਾਂਦੇ ਸਮੇਂ ਪਿੰਡ ਸੰਸਾਰਾ ਨੇੜੇ ਅੱਤਵਾਦੀਆਂ ਨਾਲ ਮੁਕਾਬਲਾ ਹੋਇਆ, ਜਿਸ ਵਿੱਚ ਬਲਦੇਵ ਸਿੰਘ ਉਰਫ ਦੇਬਾ ਅਤੇ ਇਕ ਹੋਰ ਹਮਲਾਵਰ ਮਾਰਿਆ ਗਿਆ, ਜਿਸਦੀ ਪਛਾਣ ਲਖਵਿੰਦਰ ਸਿੰਘ ਉਰਫ ਲੱਖਾ ਉਰਫ ਫੋਰਡ ਵਜੋਂ ਹੋਈ। ਸੀ. ਬੀ. ਆਈ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਪਹਿਲਾਂ ਦੋਵਾਂ ਨੌਜਵਾਨਾਂ ਨੂੰ ਚੁੱਕ ਕੇ ਗੈਰਕਾਨੂੰਨੀ ਹਿਰਾਸਤ ਵਿਚ ਰੱਖਿਆ ਗਿਆ ਅਤੇ ਫਿਰ ਝੂਠੇ ਮੁਕਾਬਲੇ ਵਿਚ ਮਾਰ ਦਿੱਤਾ ਗਿਆ। ਸੀ. ਬੀ. ਆਈ ਨੇ ਇਹ ਵੀ ਪਾਇਆ ਕਿ ਪੁਲੀਸ ਵਲੋਂ ਦਿਖਾਏ ਗਏ ਮੁਕਾਬਲੇ ਦੀ ਕਥਿਤ ਘਟਨਾ ਸਮੇਂ ਪੁਲੀਸ ਵਾਹਨਾਂ ਦੇ ਦੌਰੇ ਸੰਬੰਧੀ ਲਾਗ ਬੁੱਕਾਂ ਵਿਚ ਕੋਈ ਐਂਟਰੀ ਨਹੀਂ ਸੀ।
ਪੁਲੀਸ ਵਲੋਂ ਇਹ ਵੀ ਦਿਖਾਇਆ ਗਿਆ ਸੀ ਕਿ ਮੁਕਾਬਲੇ ਦੌਰਾਨ ਮਾਰੇ ਗਏ ਅਣਪਛਾਤੇ ਹਮਲਾਵਰ ਅੱਤਵਾਦੀ ਦੀ ਪਛਾਣ ਜ਼ਖਮੀ ਬਲਦੇਵ ਸਿੰਘ ਦੇਬਾ ਨੇ ਕੀਤੀ ਸੀ, ਹਾਲਾਂਕਿ ਦੇਬਾ ਦੀ ਪੋਸਟਮਾਰਟਮ ਰਿਪੋਰਟ ਅਨੁਸਾਰ ਉਸਦੀ ਤੁਰੰਤ ਮੌਤ ਹੋ ਗਈ, ਇਸ ਲਈ ਉਸਦੀ ਪਛਾਣ ਦੀ ਦਲੀਲ ਨਹੀਂ ਬਣਦੀ।
ਇਸ ਸੰਬੰਧੀ 30. 8. 1999 ਨੂੰ ਸੀ.ਬੀ.ਆਈ ਨੇ ਐਸ.ਐਸ.ਸਿੱਧੂ, ਹਰਭਜਨ ਸਿੰਘ, ਮਹਿੰਦਰ ਸਿੰਘ, ਪਰਸ਼ੋਤਮ ਲਾਲ, ਚਮਨ ਲਾਲ, ਗੁਰਭਿੰਦਰ ਸਿੰਘ, ਮੋਹਨ ਸਿੰਘ, ਪਰਸ਼ੋਤਮ ਸਿੰਘ ਅਤੇ ਜੱਸਾ ਸਿੰਘ ਵਿਰੁੱਧ ਅਗਵਾ, ਅਪਰਾਧਿਕ ਸਾਜ਼ਿਸ਼, ਕਤਲ, ਝੂਠਾ ਰਿਕਾਰਡ ਤਿਆਰ ਕਰਨ ਦੇ ਦੋਸ਼ਾਂ ਤਹਿਤ ਚਾਰਜਸ਼ੀਟ ਦਾਇਰ ਕੀਤੀ ਸੀ, ਪਰ ਗਵਾਹਾਂ ਦੇ ਬਿਆਨ 2022 ਤੋਂ ਬਾਅਦ ਦਰਜ ਕੀਤੇ ਗਏ ਸਨ ਕਿਉਂਕਿ ਉਸ ਸਮੇਂ ਦੌਰਾਨ ਉੱਚ ਅਦਾਲਤਾਂ ਦੇ ਹੁਕਮਾਂ ਤੇ ਕੇਸ ਤੇ ਰੋਕ ਲੱਗੀ ਰਹੀ।
ਪੀੜਤ ਪਰਿਵਾਰ ਦੇ ਵਕੀਲ ਸਰਬਜੀਤ ਸਿੰਘ ਵੇਰਕਾ ਨੇ ਕਿਹਾ ਕਿ ਭਾਵੇਂ ਸੀ. ਬੀ. ਆਈ. ਨੇ ਇਸ ਮਾਮਲੇ ਵਿਚ 37 ਗਵਾਹਾਂ ਦਾ ਹਵਾਲਾ ਦਿੱਤਾ ਸੀ ਪਰ ਮੁਕੱਦਮੇ ਦੌਰਾਨ ਸਿਰਫ਼ 19 ਗਵਾਹਾਂ ਦੇ ਬਿਆਨ ਦਰਜ ਕੀਤੇ ਗਏ ਹਨ ਕਿਉਂਕਿ ਮੁਕੱਦਮੇ ਦੌਰਾਨ ਸੀ. ਬੀ. ਆਈ. ਵੱਲੋਂ ਦੱਸੇ ਗਏ ਜ਼ਿਆਦਾਤਰ ਗਵਾਹਾਂ ਦੀ ਮੌਤ ਹੋ ਗਈ ਸੀ ਅਤੇ ਅੰਤ ਵਿਚ 32 ਸਾਲਾਂ ਬਾਅਦ ਇਨਸਾਫ਼ ਮਿਲਿਆ। ਇਸ ਦੌਰਾਨ ਮੁਲਜ਼ਮ ਹਰਭਜਨ ਸਿੰਘ, ਮਹਿੰਦਰ ਸਿੰਘ, ਪਰਸ਼ੋਤਮ ਲਾਲ, ਮੋਹਨ ਸਿੰਘ ਅਤੇ ਜੱਸਾ ਸਿੰਘ ਦੀ ਵੀ ਮੌਤ ਹੋ ਗਈ ਸੀ ਅਤੇ ਮੁਲਜ਼ਮ ਐਸ. ਐਸ. ਸਿੱਧੂ ਤਤਕਾਲੀ ਡੀ. ਐਸ. ਪੀ ਅੰਮ੍ਰਿਤਸਰ, ਚਮਨ ਲਾਲ ਤਤਕਾਲੀ ਸੀ. ਆਈ. ਏ ਇੰਚਾਰਜ ਅੰਮ੍ਰਿਤਸਰ, ਗੁਰਭਿੰਦਰ ਸਿੰਘ ਤਤਕਾਲੀ ਐਸ.ਐਚ.ਓ ਮਜੀਠਾ ਅਤੇ ਏ. ਐਸ. ਆਈ ਪਰਸ਼ੋਤਮ ਸਿੰਘ ਇਸ ਮਾਮਲੇ ਵਿਚ ਮੁਕੱਦਮੇ ਦਾ ਸਾਹਮਣਾ ਕਰ ਰਹੇ ਸਨ।
Mohali
ਮੁਹਾਲੀ ਵਿੱਚ ਗੰਭੀਰ ਹੋਏ ਪਾਰਕਿੰਗ ਸੰਕਟ ਸੰਬੰਧੀ ਡਿਪਟੀ ਮੇਅਰ ਵੱਲੋਂ ਕਾਨੂੰਨੀ ਨੋਟਿਸ ਜਾਰੀ
ਐਸ ਏ ਐਸ ਨਗਰ, 31 ਜਨਵਰੀ (ਸ.ਬ.) ਮੁਹਾਲੀ ਸ਼ਹਿਰ ਵਿੱਚ ਪਾਰਕਿੰਗ ਦੀ ਸਮੱਸਿਆ ਵਿੱਚ ਹੋ ਰਹੇ ਲਗਾਤਾਰ ਵਾਧੇ ਨੂੰ ਮੁਖ ਰੱਖਦਿਆਂ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਪ੍ਰਸ਼ਾਸਨ ਅਤੇ ਸਰਕਾਰ ਨੂੰ ਕਾਨੂੰਨੀ ਨੋਟਿਸ ਜਾਰੀ ਕੀਤਾ ਹੈ।
ਸz. ਬੇਦੀ ਨੇ ਕਿਹਾ ਕਿ ਸ਼ਹਿਰ ਦੇ ਵੱਧ ਰਹੇ ਵਿਕਾਸ, ਵੱਡੀ ਗਣਤੀ ਵਿੱਚ ਬਣ ਰਹੀਆਂ ਹਾਊਸਿੰਗ ਸੋਸਾਇਟੀਆਂ, ਵਪਾਰਕ ਸੰਸਥਾਵਾਂ ਅਤੇ ਆਧੁਨਿਕ ਮਾਲ ਦੇ ਕਾਰਨ, ਪਾਰਕਿੰਗ ਦੀ ਸੁਵਿਧਾ ਲਗਭਗ ਨਾਂਹ ਦੇ ਬਰਾਬਰ ਰਹਿ ਗਈ ਹੈ। ਉਹਨਾਂ ਕਿਹਾ ਕਿ ਮੁਹਾਲੀ ਪੰਜਾਬ ਦੇ ਆਧੁਨਿਕ ਅਤੇ ਤੇਜ਼ੀ ਨਾਲ ਵਿਕਾਸ ਕਰ ਰਹੇ ਸ਼ਹਿਰਾਂ ਵਿੱਚੋਂ ਇੱਕ ਹੈ ਪਰੰਤੂ ਇੱਥੇ ਪਾਰਕਿੰਗ ਦੀ ਉਚਿਤ ਯੋਜਨਾ ਨਾ ਬਣਨ ਕਾਰਨ ਟ੍ਰੈਫਿਕ ਵਿਭਾਗ ਅਤੇ ਆਮ ਲੋਕ ਦੋਵਾਂ ਲਈ ਵੱਡੀ ਮੁਸ਼ਕਿਲ ਖੜ੍ਹੀ ਹੋ ਗਈ ਹੈ।
ਡਿਪਟੀ ਮੇਅਰ ਨੇ ਕਿਹਾ ਕਿ ਸ਼ਹਿਰ ਵਿੱਚ ਲਗਾਤਾਰ ਵਧ ਰਹੀਆਂ ਕਾਰਾਂ, ਬਾਈਕਾਂ ਅਤੇ ਹੋਰ ਵਾਹਨਾਂ ਦੀ ਗਿਣਤੀ ਕਾਰਨ ਮਹੱਤਵਪੂਰਨ ਇਲਾਕਿਆਂ ਵਿੱਚ ਲੰਬੀਆਂ ਲਾਈਨਾਂ ਲੱਗ ਰਹੀਆਂ ਹਨ, ਜੋ ਕਿ ਟ੍ਰੈਫਿਕ ਜਾਮ ਤੋਂ ਇਲਾਵਾ ਐਂਬੂਲੈਂਸ ਅਤੇ ਅੱਗ ਬੁਝਾਊ ਵਾਹਨਾਂ ਲਈ ਵੀ ਰੁਕਾਵਟ ਬਣ ਰਹੀਆਂ ਹਨ। ਉਹਨਾਂ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਮੁਹਾਲੀ ਵਿੱਚ ਪਾਰਕਿੰਗ ਦੀ ਯੋਜਨਾ ਬਿਹਤਰ ਬਣਾਉਣ ਦੀਆਂ ਗੱਲਾਂ ਤਾਂ ਹੋ ਰਹੀਆਂ ਹਨ, ਪਰ ਅਮਲ ਵਿੱਚ ਕੁਝ ਵੀ ਨਹੀਂ ਹੋਇਆ।
ਉਹਨਾਂ ਕਿਹਾ ਕਿ ਸ਼ਹਿਰ ਦੇ ਵੱਡੇ ਮਾਲ, ਬੈਂਕ, ਸਰਕਾਰੀ ਦਫ਼ਤਰਾਂ ਅਤੇ ਪ੍ਰਾਈਵੇਟ ਕੰਪਨੀਆਂ ਵਿੱਚ ਕੰਮ ਕਰਨ ਵਾਲੇ ਹਜ਼ਾਰਾਂ ਲੋਕਾਂ ਨੂੰ ਰੋਜ਼ਾਨਾ ਆਪਣੀਆਂ ਗੱਡੀਆਂ ਖੜੀਆਂ ਕਰਨ ਲਈ ਥਾਂ ਲੱਭਣੀ ਪੈਂਦੀ ਹੈ। ਬਹੁਤ ਸਾਰੇ ਲੋਕ ਸੜਕਾਂ ਉੱਤੇ ਗੱਡੀਆਂ ਲਗਾਉਣ ਲਈ ਮਜਬੂਰ ਹਨ, ਜਿਸ ਕਾਰਨ ਨੌਕਰੀ ਤੇ ਜਾਂ ਰਹੇ ਲੋਕਾਂ ਨੂੰ ਲੰਬਾ ਸਮਾਂ ਬਰਬਾਦ ਕਰਨਾ ਪੈਂਦਾ ਹੈ। ਕਈ ਰਿਹਾਇਸ਼ੀ ਇਲਾਕਿਆਂ ਵਿੱਚ ਆਵਾਜਾਈ ਲਈ ਸੜਕਾਂ ਸਿਮਟ ਗਈਆਂ ਹਨ, ਅਤੇ ਕਈ ਜਗ੍ਹਾਂ ਤੇ ਗਲਤ ਪਾਰਕਿੰਗ ਕਾਰਨ ਹੋ ਰਹੇ ਵਿਵਾਦ ਵੀ ਵਧ ਰਹੇ ਹਨ ਅਤੇ ਕੁਝ ਸਾਲ ਪਹਿਲਾਂ ਪਾਰਕਿੰਗ ਦੇ ਵਿਵਾਦ ਨੂੰ ਲੈ ਕੇ ਫੇਜ਼ ਤਿੰਨ ਏ ਵਿੱਚ ਇੱਕ ਨੌਜਵਾਨ ਵਕੀਲ ਨੂੰ ਕਤਲ ਵੀ ਕਰ ਦਿੱਤਾ ਗਿਆ ਸੀ।
ਪ੍ਰਸ਼ਾਸਨ ਅਤੇ ਸਰਕਾਰ ਨੂੰ ਜਾਰੀ ਕੀਤੇ ਕਾਨੂੰਨੀ ਨੋਟਿਸ ਵਿੱਚ ਉਹਨਾਂ ਲਿਖਿਆ ਹੈ ਕਿ 2009 ਵਿੱਚ ਬਣਾਏ ਗਏ ਪੁਰਾਣੇ ਪਾਰਕਿੰਗ ਨਿਯਮ ਹੁਣ ਮੁਹਾਲੀ ਦੇ ਮੌਜੂਦਾ ਹਾਲਾਤਾਂ ਲਈ ਬੇਕਾਰ ਹੋ ਚੁੱਕੇ ਹਨ। ਉਨ੍ਹਾਂ ਲਿਖਿਆ ਹੈ ਕਿ ਮੁਹਾਲੀ ਇੱਕ ਆਈਟੀ ਹੱਬ ਬਣ ਰਿਹਾ ਹੈ, ਅਤੇ ਨਵੇਂ ਬਿਜ਼ਨੈਸ ਸੈਂਟਰਾਂ, ਹਸਪਤਾਲਾਂ, ਅਤੇ ਆਉਟਲੈੱਟਸ ਦੀ ਆਮਦ ਕਾਰਨ ਪਾਰਕਿੰਗ ਦੀ ਵਿਵਸਥਾ ਬਹੁਤ ਜ਼ਰੂਰੀ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਪਾਰਕਿੰਗ ਲਈ ਨਵੇਂ ਨਿਯਮ ਬਣਾਏ ਜਾਣ, ਕਮਰਸ਼ੀਅਲ ਬਿਲਡਿੰਗਾਂ ਨੂੰ ਪਾਰਕਿੰਗ ਸਪੇਸ ਦੇਣ ਲਈ ਕੜੇ ਨਿਯਮ ਬਣਾਏ ਜਾਣ, ਅਤੇ ਮੁਹਾਲੀ ਵਿੱਚ ਵਧੇਰੇ ਮਲਟੀ ਲੇਵਲ ਪਾਰਕਿੰਗਾਂ ਬਣਾਈਆਂ ਜਾਣ।
ਉਨ੍ਹਾਂ ਕਿਹਾ ਕਿ ਮੁਹਾਲੀ ਵਾਸੀ ਹਰ ਰੋਜ਼ ਪਾਰਕਿੰਗ ਦੀ ਸਮੱਸਿਆ ਨਾਲ ਜੂਝ ਰਹੇ ਹਨ, ਅਤੇ ਇਹ ਸਿਰਫ਼ ਇੱਕ ਸ਼ਹਿਰੀ ਸੁਵਿਧਾ ਦਾ ਮਾਮਲਾ ਨਹੀਂ, ਬਲਕਿ ਆਵਾਜਾਈ ਦੀ ਸੁਰੱਖਿਆ ਅਤੇ ਸ਼ਹਿਰ ਦੀ ਯੋਜਨਾਬੱਧ ਵਿਕਾਸ ਦਾ ਵੀ ਮਾਮਲਾ ਹੈ। ਉਹਨਾਂ ਕਿਹਾ ਕਿ ਜੇਕਰ ਇਸ ਮੁੱਦੇ ਤੇ ਤੁਰੰਤ ਧਿਆਨ ਨਾ ਦਿੱਤਾ ਗਿਆ, ਤਾਂ ਉਹ ਅਗਲੇ ਪੜਾਅ ਵਿੱਚ ਇਸ ਮਾਮਲੇ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਚੁੱਕਣਗੇ।
Mohali
ਡਿਪਟੀ ਕਮਿਸ਼ਨਰ ਵੱਲੋਂ ਸਨਅਤਕਾਰਾਂ ਦੀਆਂ ਮੁਸ਼ਕਿਲਾਂ ਦੇ ਹੱਲ ਸਬੰਧੀ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ
ਸਨਅਤਕਾਰਾਂ ਦੀਆਂ ਮੁਸ਼ਕਿਲਾਂ ਸਰਕਾਰ ਦੇ ਧਿਆਨ ਵਿੱਚ ਲਿਆ ਕੇ ਜਲਦ ਹੱਲ ਕਰਵਾਉਣ ਦਾ ਭਰੋਸਾ
ਐਸ ਏ ਐਸ ਨਗਰ, 31 ਜਨਵਰੀ (ਸ.ਬ.) ਡਿਪਟੀ ਕਮਿਸ਼ਨਰ ਵੱਲੋਂ ਸਨਅਤਕਾਰਾਂ ਨੂੰ ਸਮੇਂ-ਸਮੇਂ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਕੀਤੀ ਜਾਂਦੀ ਸਮੀਖਿਆ ਮੀਟਿੰਗ ਤਹਿਤ ਸਨਅਤਕਾਰਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ। ਇਸ ਮੀਟਿੰਗ ਵਿੱਚ ਜ਼ਿਲ੍ਹਾ ਐਸ.ਏ.ਐਸ.ਨਗਰ ਵਿੱਚ ਪਹਿਲਾਂ ਤੋਂ ਲੱਗੀਆਂ ਉਦਯੋਗਿਕ ਇਕਾਈਆਂ ਅਤੇ ਨਵੀਆਂ ਉਦਯੋਗਿਕ ਇਕਾਈਆਂ ਨਾਲ ਸਬੰਧਤ ਸਨਅਤਕਾਰਾਂ ਨੂੰ ਵੱਖ-ਵੱਖ ਵਿਭਾਗਾਂ ਤੋਂ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਸਬੰਧੀ ਵਿਚਾਰ ਵਟਾਦਰਾਂ ਕੀਤਾ ਗਿਆ।
ਮੀਟਿੰਗ ਦੌਰਾਨ ਚਨਾਲੋਂ ਫੋਕਲ ਪੁਆਇੰਟ ਤੋਂ ਸੋਧੇ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਕਰਨ ਲਈ ਨੈਸ਼ਨਲ ਹਾਈਵੇਅ ਵਿੱਚੋਂ ਕ੍ਰਾਸਿੰਗ ਲਈ ਲੋਕ ਨਿਰਮਾਣ ਵਿਭਾਗ ਦੇ ਪ੍ਰਸ਼ਾਸਕੀ ਸਕੱਤਰ ਨਾਲ ਤਾਲਮੇਲ ਕਰਨ ਦਾ ਫੈਸਲਾ ਲਿਆ ਗਿਆ। ਇਸ ਤੋਂ ਇਲਾਵਾ ਇੰਡਸਟਰੀਅਲ ਏਰੀਆ ਵਿੱਚ ਵਧਦੀ ਟ੍ਰੈਫਿਕ ਸਮੱਸਿਆ ਦੇ ਹੱਲ ਲਈ ਤੁਰੰਤ ਲੋੜੀਂਦੀ ਕਰਵਾਈ ਕਰਨ ਦਾ ਭਰੋਸਾ ਦਿੱਤਾ ਗਿਆ। ਜੀ ਐਸ ਟੀ ਅਸੈਸਮੈਂਟ ਵਿੱਚ ਆ ਰਹੀ ਮੁਸ਼ਕਿਲ ਤੇ ਸਹਾਇਕ ਕਮਿਸ਼ਨਰ (ਸਟੇਟ ਕਰ) ਨੇ ਦੱਸਿਆ ਕਿ ਇਸ ਸਬੰਧੀ ਰੇਸ਼ਨਾਲਾਈਜ਼ੇਸ਼ਨ ਪਾਲਿਸੀ ਜਲਦ ਲਾਗੂ ਹੋ ਰਹੀ ਹੈ। ਇਸ ਤੋਂ ਇਲਾਵਾ ਨਿਰਵਿਘਨ ਬਿਜਲੀ ਸਪਲਾਈ ਬਾਰੇ ਵੀ ਮੰਗ ਰੱਖੀ ਗਈ, ਜਿਸ ਤੇ ਡਿਪਟੀ ਕਮਿਸ਼ਨਰ ਨੇ ਜਲਦ ਕਰਵਾਈ ਦਾ ਭਰੋਸਾ ਦਿੱਤਾ।
ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਸ੍ਰੀਮਤੀ ਸੋਨਮ ਚੌਧਰੀ ਵੱਲੋਂ ਮੀਟਿੰਗ ਦੌਰਾਨ ਸਨਅਤਕਾਰਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹਲ ਲਈ ਸਬੰਧਤ ਵਿਭਾਗਾਂ ਨੂੰ ਕਰਵਾਈ ਦੇ ਆਦੇਸ਼ ਦੇਣ ਲਈ ਡਿਪਟੀ ਕਮਿਸ਼ਨਰ ਅੱਗੇ ਪੇਸ਼ ਕੀਤੀਆਂ ਗਈਆਂ, ਜਿਸ ਸਬੰਧੀ ਡਿਪਟੀ ਕਮਿਸ਼ਨਰ ਵਲੋਂ ਮੀਟਿੰਗ ਵਿੱਚ ਸ਼ਾਮਿਲ ਵਿਭਾਗਾਂ ਨੂੰ ਹਦਾਇਤ ਕੀਤੀ ਗਈ ਕਿ ਸਨਅਤਕਾਰਾਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਿਪਟਾਰਾ ਪਹਿਲ ਦੇ ਆਧਾਰ ਤੇ ਕੀਤਾ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਜਿਹੜੀਆਂ ਮੁਸ਼ਕਿਲਾਂ ਰਾਜ ਸਰਕਾਰ ਦੇ ਪੱਧਰ ਤੇ ਹੱਲ ਹੋਣ ਵਾਲੀਆਂ ਹਨ, ਉਨ੍ਹਾਂ ਸਬੰਧੀ ਸਬੰਧਤ ਵਿਭਾਗਾਂ ਮੁਖੀ ਡਿਪਟੀ ਕਮਿਸ਼ਨਰ ਦਫ਼ਤਰ ਪਾਸੋਂ ਲੋੜੀਂਦੇ ਬੇਨਤੀ ਪੱਤਰ ਉਨ੍ਹਾਂ ਦੇ ਪ੍ਰਸ਼ਾਸਕੀ ਸਕੱਤਰਾਂ ਨੂੰ ਲਿਖਵਾਏ ਜਾਣ।
ਇਸ ਮੀਟਿੰਗ ਵਿੱਚ ਅਰਸ਼ਜੀਤ ਸਿੰਘ, ਜੀ. ਐਮ. ਜ਼ਿਲ੍ਹਾ ਉਦਯੋਗ ਕੇਂਦਰ ਵਲੋਂ ਸਨਅਤਕਾਰਾਂ ਨੂੰ ਆ ਰਹੀਆ ਮੁਸ਼ਕਿਲਾਂ ਦਾ ਹੱਲ ਕਰਵਾਉਣ ਅਤੇ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਦੇ ਹੋਏ ਤੈਅ ਸਮੇਂ ਵਿੱਚ ਰੀਵਿਊ ਰਿਪੋਰਟ ਦਾ ਵੇਰਵਾ ਪੇਸ਼ ਕਰਨ ਦਾ ਵਿਸ਼ਵਾਸ਼ ਦਿਵਾਇਆ ਗਿਆ।
-
National1 month ago
ਨੇਪਾਲ ਵਿੱਚ ਮਹਿਸੂਸ ਹੋਏ ਭੂਚਾਲ ਦੇ ਝਟਕੇ
-
National1 month ago
ਨਾਬਾਲਗ ਨੂੰ ਨੰਗਾ ਕਰ ਕੇ ਕੁੱਟਿਆ, ਚਿਹਰੇ ਤੇ ਕੀਤਾ ਪਿਸ਼ਾਬ, ਸ਼ਰਮ ਕਾਰਨ ਨੌਜਵਾਨ ਵੱਲੋਂ ਖੁਦਕੁਸ਼ੀ
-
International1 month ago
ਮੀਂਹ ਕਾਰਨ ਭਾਰਤ ਅਤੇ ਆਸਟ੍ਰੇਲੀਆ ਟੈਸਟ ਮੈਚ ਡਰਾਅ
-
National1 month ago
ਮਹਿੰਗਾਈ ਨੇ ਵਿਗਾੜਿਆ ਲੋਕਾਂ ਦੀ ਰਸੋਈ ਦਾ ਬਜਟ : ਰਾਹੁਲ ਗਾਂਧੀ
-
International2 months ago
15 ਸਾਲਾ ਵਿਦਿਆਰਥਣ ਵੱਲੋਂ ਸਕੂਲ ਵਿੱਚ ਗੋਲੀਬਾਰੀ, ਅਧਿਆਪਕ ਤੇ ਇੱਕ ਵਿਦਿਆਰਥੀ ਦੀ ਮੌਤ
-
Editorial1 month ago
ਸ਼ਹਿਰ ਵਿੱਚ ਜਨਤਕ ਥਾਵਾਂ ਤੇ ਖੁੱਲੇਆਮ ਹੁੰਦੀ ਤੰਬਾਕੂਨੋਸ਼ੀ ਦੇ ਸਾਮਾਨ ਦੀ ਵਿਕਰੀ ਤੇ ਸਖਤੀ ਨਾਲ ਰੋਕ ਲਗਾਏ ਪ੍ਰਸ਼ਾਸ਼ਨ
-
International3 weeks ago
ਕੈਲੀਫੋਰਨੀਆ ਵਿੱਚ ਲੱਗੀ ਅੱਗ ਕਾਰਨ ਹੁਣ ਤੱਕ 24 ਵਿਅਕਤੀਆਂ ਦੀ ਮੌਤ
-
International1 month ago
19 ਸਾਲ ਦੀ ਭਾਰੀ-ਅਮਰੀਕੀ ਕੈਟਲਿਨ ਨੇ ਜਿੱਤਿਆ ਮਿਸ ਇੰਡੀਆ ਯੂਐਸਏ 2024 ਦਾ ਤਾਜ