Connect with us

Chandigarh

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਐਸ. ਐਚ. ਓ. ਅਤੇ ਉਸ ਦਾ ਸਾਥੀ ਕਾਬੂ

Published

on

 

ਚੰਡੀਗੜ੍ਹ, 11 ਅਕਤੂਬਰ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਨੇ ਕਪੂਰਥਲਾ ਜ਼ਿਲ੍ਹੇ ਦੇ ਫਗਵਾੜਾ ਸਿਟੀ ਥਾਣੇ ਵਿੱਚ ਐਸ. ਐਚ. ਓ. ਵਜੋਂ ਤਾਇਨਾਤ ਇੰਸਪੈਕਟਰ ਜਤਿੰਦਰ ਕੁਮਾਰ ਅਤੇ ਉਸਦੇ ਸਾਥੀ ਜਸਕਰਨ ਸਿੰਘ ਉਰਫ਼ ਜੱਸਾ ਵਾਸੀ ਪਿੰਡ ਬੁਰਜ ਹਮੀਰਾ, ਜ਼ਿਲ੍ਹਾ ਮੋਗਾ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀਆਂ ਕੁਲਵਿੰਦਰ ਕੌਰ ਵਾਸੀ ਪਿੰਡ ਚਾਚੋਕੀ, ਫਗਵਾੜਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ਤੇ ਕੀਤੀਆਂ ਗਈਆਂ ਹਨ।

ਉਨ੍ਹਾਂ ਦੱਸਿਆ ਕਿ ਕੁਲਵਿੰਦਰ ਕੌਰ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਸੀ ਕਿ ਉਕਤ ਪੁਲਿਸ ਮੁਲਾਜ਼ਮ ਨੇ ਮਾਰਚ ਵਿੱਚ ਉਸ ਦੇ ਲੜਕੇ ਹਰਸ਼ਦੀਪ, ਉਸ ਦੀ ਪਤਨੀ ਆਸ਼ਿਮਾ ਅਤੇ ਸਾਲੇ ਅੰਸ਼ ਸ਼ਰਮਾ ਨੂੰ ਉਸ ਸਮੇਂ ਹਿਰਾਸਤ ਵਿੱਚ ਲਿਆ ਸੀ ਜਦੋਂ ਉਹ ਫਗਵਾੜਾ ਦੇ ਇੱਕ ਸਥਾਨਕ ਹੋਟਲ ਵਿੱਚ ਖਾਣਾ ਖਾ ਰਹੇ ਸਨ। ਇਸ ਉਪਰੰਤ ਉਸ ਦੇ ਪੁੱਤਰ ਵਿਰੁੱਧ ਉਕਤ ਥਾਣੇ ਵਿੱਚ ਨਾਰਕੋਟਿਕ ਡਰੱਗ ਐਂਡ ਸਾਈਕੋਟ੍ਰੋਪਿਕ ਸਬਸਟਾਂਸ ਐਕਟ (ਐਨ.ਡੀ.ਪੀ.ਐਸ.) ਤਹਿਤ ਕੇਸ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਉਕਤ ਪੁਲੀਸ ਮੁਲਾਜ਼ਮ ਨੇ ਹਰਸ਼ਦੀਪ ਦੀ ਪਤਨੀ ਅਤੇ ਸਾਲੇ ਨੂੰ ਇਸ ਕੇਸ ਵਿੱਚ ਸ਼ਾਮਲ ਨਾ ਕਰਨ ਦੇ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਸ਼ਿਕਾਇਤਕਰਤਾ ਨੇ ਦਬਾਅ ਵਿੱਚ ਆ ਕੇ ਉਸ ਨੂੰ ਰਿਸ਼ਵਤ ਦੇ ਦਿੱਤੀ।

ਸ਼ਿਕਾਇਤ ਕਰਤਾ ਨੇ ਦੋਸ਼ ਲਾਇਆ ਸੀ ਕਿ ਬਾਅਦ ਵਿੱਚ ਇੰਸਪੈਕਟਰ ਜਤਿੰਦਰ ਕੁਮਾਰ ਨੇ ਹਰਸ਼ਦੀਪ ਦਾ ਡੇਢ ਲੱਖ ਰੁਪਏ ਦਾ ਮੋਬਾਈਲ ਫੋਨ, ਸੋਨੇ ਦੀ ਮੁੰਦਰੀ ਅਤੇ ਸੋਨੇ ਦੇ ਕੰਨਾਂ ਦੇ ਸਟੱਡਾਂ ਨੂੰ ਕੇਸ ਦੇ ਸਬੂਤਾਂ ਵਿੱਚੋਂ ਕੱਢਣ ਬਦਲੇ ਹੋਰ 50,000 ਰੁਪਏ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਰਕਮ ਅਦਾ ਕੀਤੀ ਅਤੇ ਸਾਮਾਨ ਉਸ ਨੂੰ ਵਾਪਸ ਕਰ ਦਿੱਤਾ ਗਿਆ।

ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਕਤ ਇੰਸਪੈਕਟਰ ਨੇ ਉਸ ਨਾਲ ਵਾਰ-ਵਾਰ ਸੰਪਰਕ ਕੀਤਾ ਅਤੇ ਉਸ ਨੂੰ ਤਾਰਾ ਨਰਸਰੀ ਤੋਂ ਖਰੀਦੇ ਪੌਦਿਆਂ ਅਤੇ ਗਮਲਿਆਂ ਦੇ ਕੁੱਲ 35,000-40,000 ਰੁਪਏ ਦੇ ਬਿੱਲਾਂ ਦਾ ਭੁਗਤਾਨ ਕਰਨ ਲਈ ਕਿਹਾ ਅਤੇ ਸ਼ਿਕਾਇਤਕਰਤਾ ਨੇ ਰਕਮ ਅਦਾ ਕਰ ਦਿੱਤੀ। ਇਸ ਤੋਂ ਇਲਾਵਾ, ਇੰਸਪੈਕਟਰ ਨੇ ਅਦਾਲਤ ਵਿੱਚ ਉਸਦੇ ਪੁੱਤਰ ਦੇ ਪੱਖ ਵਿੱਚ ਚਲਾਨ ਦਾਇਰ ਕਰਨ ਅਤੇ ਮੁਕੱਦਮੇ ਤੇ ਸਬੂਤਾਂ ਵਿੱਚ ਉਸ ਦਾ ਸਮਰਥਨ ਕਰਨ ਬਦਲੇ ਸ਼ਿਕਾਇਤਕਰਤਾ ਕੋਲੋਂ ਇੱਕ ਲੱਖ ਰੁਪਏ ਦੀ ਮੰਗ ਕੀਤੀ। ਇਹ ਸੌਦਾ 50,000 ਰੁਪਏ ਵਿੱਚ ਤੈਅ ਹੋ ਗਿਆ। ਸ਼ਿਕਾਇਤਕਰਤਾ ਨੇ ਇਸ ਨੂੰ ਰਿਕਾਰਡ ਕਰ ਲਿਆ ਅਤੇ ਬਿਊਰੋ ਕੋਲ ਸਬੂਤ ਵਜੋਂ ਪੇਸ਼ ਕੀਤਾ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਇੰਸਪੈਕਟਰ ਜਤਿੰਦਰ ਕੁਮਾਰ ਅਤੇ ਉਸ ਦੇ ਸਾਥੀ ਜਸਕਰਨ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਜਲੰਧਰ ਰੇਂਜ ਥਾਣੇ ਵਿੱਚ ਮੁਕਦਮਾ ਦਰਜ ਕਰਕੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

 

Continue Reading

Chandigarh

ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 5 ਉਮੀਦਵਾਰ ਅਯੋਗ ਐਲਾਨੇ : ਸਿਬਿਨ ਸੀ

Published

on

By

 

ਚੋਣ ਖਰਚੇ ਦਾ ਹਿਸਾਬ ਨਾ ਦੇਣ ਕਰਕੇ ਸੰਗਰੂਰ ਜ਼ਿਲ੍ਹੇ ਦੇ 3 ਅਤੇ ਮਾਨਸਾ ਤੇ ਫਰੀਦਕੋਟ ਜ਼ਿਲ੍ਹੇ ਦਾ 1-1 ਉਮੀਦਵਾਰ ਅਗਲੇ 3 ਸਾਲ ਤੱਕ ਨਹੀਂ ਲੜ ਸਕੇਗਾ ਚੋਣ

ਚੰਡੀਗੜ੍ਹ, 16 ਅਕਤੂਬਰ (ਸ.ਬ.) ਭਾਰਤੀ ਚੋਣ ਕਮਿਸ਼ਨ ਵੱਲੋਂ ਵੱਖ-ਵੱਖ ਹੁਕਮਾਂ ਰਾਹੀਂ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 5 ਉਮੀਦਵਾਰਾਂ ਨੂੰ ਅਯੋਗ ਐਲਾਨਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਇਨ੍ਹਾਂ ਉਮੀਦਵਾਰਾਂ ਨੇ ਲੋਕ ਪ੍ਰਤੀਨਿਧੀ ਐਕਟ, 1951 ਦੇ ਸੈਕਸ਼ਨ 78 ਅਨੁਸਾਰ ਨਿਸ਼ਚਿਤ ਸਮਾਂ ਸੀਮਾ ਅੰਦਰ ਆਪਣੇ ਚੋਣ ਖਰਚੇ ਦਾ ਵੇਰਵਾ ਕਮਿਸ਼ਨ ਕੋਲ ਜਮ੍ਹਾਂ ਨਹੀਂ ਕਰਵਾਇਆ ਜਿਸ ਕਰਕੇ ਅਗਲੇ 3 ਸਾਲ ਤੱਕ ਇਨ੍ਹਾਂ ਉਮੀਦਵਾਰਾਂ ਨੂੰ ਚੋਣ ਲੜਨ ਦੇ ਅਯੋਗ ਕਰਾਰ ਦਿੱਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਨ੍ਹਾਂ 5 ਉਮੀਦਵਾਰਾਂ ਵਿੱਚੋਂ ਸੰਗਰੂਰ ਜ਼ਿਲ੍ਹੇ ਦੇ 3 ਉਮੀਦਵਾਰ ਅਤੇ ਮਾਨਸਾ ਤੇ ਫਰੀਦਕੋਟ ਜ਼ਿਲ੍ਹੇ ਦਾ 1-1 ਉਮੀਦਵਾਰ ਸ਼ਾਮਿਲ ਹੈ। ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਹੁਕਮਾਂ ਰਾਹੀਂ ਸੰਗਰੂਰ ਜ਼ਿਲ੍ਹੇ ਦੀ ਧੂਰੀ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਵਾਲੇ ਸ਼ਕਤੀ ਕੁਮਾਰ ਗੁਪਤਾ ਤੇ ਜਸਵਿੰਦਰ ਸਿੰਘ ਅਤੇ ਸੁਨਾਮ ਵਿਧਾਨ ਸੀਟ ਤੋਂ ਚੋਣ ਲੜਨ ਵਾਲੇ ਸਨਮੁਖ ਸਿੰਘ ਮੋਖਾ ਨੂੰ ਅਯੋਗ ਕਰਾਰ ਦਿੱਤਾ ਗਿਆ ਹੈ।

ਇਸੇ ਤਰ੍ਹਾਂ ਫਰੀਦਕੋਟ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਵਾਲੇ ਗੁਰਚਰਨ ਸਿੰਘ ਸੰਘਾ ਨੂੰ ਵੀ ਅਯੋਗ ਐਲਾਨਿਆਂ ਗਿਆ ਹੈ। ਸਿਬਿਨ ਸੀ ਨੇ ਅੱਗੇ ਦੱਸਿਆ ਕਿ ਸੁਨਾਮ ਵਿਧਾਨ ਸੀਟ ਤੋਂ ਚੋਣ ਲੜਨ ਵਾਲੇ ਮਾਨਸਾ ਜ਼ਿਲ੍ਹੇ ਦੇ ਵਾਸੀ ਹਰਭਗਵਾਨ ਸ਼ਰਮਾ ਭਿੱਖੀ ਨੂੰ ਵੀ ਭਾਰਤੀ ਚੋਣ ਕਮਿਸ਼ਨ ਨੇ ਅਗਲੇ 3 ਸਾਲ ਤੱਕ ਚੋਣ ਲੜਨ ਦੇ ਅਯੋਗ ਐਲਾਨਿਆ ਹੈ।

 

Continue Reading

Chandigarh

ਗ੍ਰਾਮ ਪੰਚਾਇਤ ਚੋਣਾਂ ਵਿੱਚ ਹੋਈ 77 ਫੀਸਦੀ ਵੋਟਿੰਗ

Published

on

By

 

ਚੰਡੀਗੜ੍ਹ, 16 ਅਕਤੂਬਰ (ਸ.ਬ.) ਪੰਜਾਬ ਵਿੱਚ ਬੀਤੇ ਕੱਲ ਹੋਈਆਂ ਗ੍ਰਾਮ ਪੰਚਾਇਤ ਚੋਣਾਂ ਦੌਰਾਨ 2024 ਵਿੱਚ ਰਾਜ ਭਰ ਵਿੱਚ 77 ਮਤਦਾਨ ਦਰਜ ਕੀਤਾ ਗਿਆ ਹੈ ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਮਾਨਸਾ ਜ਼ਿਲ੍ਹਾ 83.27 ਫੀਸਦੀ ਵੋਟਾਂ ਨਾਲ ਪਹਿਲੇ ਸਥਾਨ ਤੇ ਰਿਹਾ ਅਤੇ ਤਰਨਤਾਰਨ 64.40 ਫੀਸਦੀ ਵੋਟਾਂ ਨਾਲ ਸਭ ਤੋਂ ਹੇਠਲੇ ਸਥਾਨ ਤੇ ਰਿਹਾ ਹੈ । ਇਸ ਤੋਂ ਇਲਾਵਾ ਅੰਮ੍ਰਿਤਸਰ ਵਿੱਚ 68.12 ਫੀਸਦੀ, ਬਠਿੰਡਾ ਵਿੱਚ 79.43 ਫੀਸਦੀ, ਬਰਨਾਲਾ ਵਿੱਚ 75.21 ਫੀਸਦੀ, ਫ਼ਤਹਿਗੜ੍ਹ ਸਾਹਿਬ ਵਿੱਚ 78.47 ਫੀਸਦੀ, ਫ਼ਰੀਦਕੋਟ ਵਿੱਚ 70.21 ਫੀਸਦੀ, ਫ਼ਿਰੋਜ਼ਪੁਰ ਵਿੱਚ 75.14 ਫੀਸਦੀ, ਫ਼ਾਜ਼ਿਲਕਾ ਵਿੱਚ 82.31 ਫੀਸਦੀ, ਗੁਰਦਾਸਪੁਰ ਵਿੱਚ 69 ਫੀਸਦੀ, ਹੁਸ਼ਿਆਰਪੁਰ ਵਿੱਚ 69.78 ਫੀਸਦੀ ਅਤੇ ਜਲੰਧਰ ਵਿੱਚ 66.30 ਫੀਸਦੀ ਮਤਦਾਨ ਦਰਜ ਕੀਤਾ ਗਿਆ ਹੈ ।

ਉਨ੍ਹਾਂ ਅੱਗੇ ਦੱਸਿਆ ਕਿ ਕਪੂਰਥਲਾ ਵਿੱਚ 66.14 ਫੀਸਦੀ, ਲੁਧਿਆਣਾ ਵਿੱਚ 67.1 ਫੀਸਦੀ, ਮਲੇਰਕੋਟਲਾ ਵਿੱਚ 77.22 ਫੀਸਦੀ, ਮੋਗਾ ਵਿੱਚ 69.91 ਫੀਸਦੀ, ਐਸ. ਏ. ਐਸ. ਨਗਰ ਵਿੱਚ 76.93 ਫੀਸਦੀ, ਸ੍ਰੀ ਮੁਕਤਸਰ ਸਾਹਿਬ ਵਿੱਚ 78.27 ਫੀਸਦੀ, ਐਸ. ਬੀ.ਐਸ. ਨਗਰ ਵਿੱਚ 69.52ਫੀਸਦੀ, ਪਟਿਆਲਾ ਵਿੱਚ 73.57 ਫੀਸਦੀ, ਪਠਾਨਕੋਟ ਵਿੱਚ 79.20 ਫੀਸਦੀ, ਰੋਪੜ ਵਿੱਚ 77 ਫੀਸਦੀ ਅਤੇ ਸੰਗਰੂਰ ਵਿੱਚ 79.45 ਫੀਸਦੀ ਮਤਦਾਨ ਦਰਜ ਕੀਤਾ ਗਿਆ ਹੈ।

Continue Reading

Chandigarh

ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਐਲਾਨ

Published

on

By

 

13 ਨਵੰਬਰ ਨੂੰ ਪੈਣਗੀਆਂ ਵੋਟਾਂ, 23 ਨਵੰਬਰ ਨੂੰ ਆਉਣਗੇ ਨਤੀਜੇ

ਚੰਡੀਗੜ੍ਹ, 15 ਅਕਤੂਬਰ (ਸ.ਬ.) ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 10-ਡੇਰਾ ਬਾਬਾ ਨਾਨਕ, 44- ਚੱਬੇਵਾਲ (ਐਸ.ਸੀ), 84- ਗਿੱਦੜਬਾਹਾ ਅਤੇ 103 ਬਰਨਾਲਾ ਲਈ ਜ਼ਿਮਨੀ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਪ੍ਰੋਗਰਾਮ ਮੁਤਾਬਕ 18 ਅਕਤੂਬਰ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 25 ਅਕਤੂਬਰ ਹੋਵੇਗੀ ਅਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ 28 ਅਕਤੂਬਰ ਨੂੰ ਕੀਤੀ ਜਾਵੇਗੀ। ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਮਿਤੀ 30 ਅਕਤੂਬਰ ਹੈ। ਉਹਨਾਂ ਦੱਸਿਆ ਕਿ ਉਕਤ ਸੀਟਾਂ ਉੱਤੇ 13 ਨਵੰਬਰ ਨੂੰ ਵੋਟਾਂ ਪੈਣਗੀਆਂ ਅਤੇ 23 ਨਵੰਬਰ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ।

ਸਿਬਿਨ ਸੀ ਨੇ ਦੱਸਿਆ ਕਿ ਜ਼ਿਮਨੀ ਚੋਣ ਦੇ ਐਲਾਨ ਨਾਲ ਹੀ ਅੱਜ ਤੋਂ ਉਨ੍ਹਾਂ ਚਾਰ ਜ਼ਿਲ੍ਹਿਆਂ (ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ) ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ ਜਿਨ੍ਹਾਂ ਜ਼ਿਲ੍ਹਿਆਂ ਵਿੱਚ ਇਹ ਵਿਧਾਨ ਸਭਾ ਹਲਕੇ ਮੌਜੂਦ ਹਨ। ਚੋਣ ਜ਼ਾਬਤਾ ਚੋਣ ਪ੍ਰਕਿਰਿਆ ਮੁਕੰਮਲ ਹੋਣ (25 ਨਵੰਬਰ, 2024) ਤੱਕ ਲਾਗੂ ਰਹੇਗਾ।

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਜ਼ਿਮਨੀ ਚੋਣ ਵਾਲੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ 10 ਅਕਤੂਬਰ, 2024 ਤੱਕ ਕੁੱਲ ਵੋਟਰਾਂ ਦੀ ਗਿਣਤੀ 6 ਲੱਖ 96 ਹਜ਼ਾਰ 316 ਹੈ ਅਤੇ ਕੁੱਲ 831 ਪੋਲਿੰਗ ਸਟੇਸ਼ਨ ਹਨ। ਉਨ੍ਹਾਂ ਦੱਸਿਆ ਕਿ ਡੇਰਾ ਬਾਬਾ ਨਾਨਕ ਵਿੱਚ ਕੁੱਲ ਵੋਟਰ 1 ਲੱਖ 93 ਹਜ਼ਾਰ 268 ਹਨ। ਇੱਥੇ 241 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਚੱਬੇਵਾਲ (ਐਸ ਸੀ) ਵਿਧਾਨ ਸਭਾ ਹਲਕੇ ਵਿੱਚ ਕੁੱਲ ਵੋਟਰਾਂ ਦੀ ਗਿਣਤੀ 1 ਲੱਖ 59 ਹਜ਼ਾਰ 254 ਹੈ ਅਤੇ ਇੱਥੇ ਕੁੱਲ 205 ਪੋਲਿੰਗ ਸਟੇਸ਼ਨ ਬਣਾਏ ਗਏ ਹਨ।

ਉਹਨਾਂ ਦੱਸਿਆ ਕਿ 84-ਗਿੱਦੜਬਾਹਾ ਵਿਧਾਨ ਸਭਾ ਹਲਕੇ ਵਿੱਚ ਕੁੱਲ ਵੋਟਰ 1 ਲੱਖ 66 ਹਜ਼ਾਰ 489 ਹਨ। ਇੱਥੇ ਕੁੱਲ 173 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਬਰਨਾਲਾ ਵਿਧਾਨ ਸਭਾ ਹਲਕੇ ਵਿੱਚ ਵੋਟਰਾਂ ਦੀ ਕੁੱਲ ਸੰਖਿਆ 1 ਲੱਖ 77 ਹਜ਼ਾਰ 305 ਹੈ ਅਤੇ 212 ਪੋਲਿੰਗ ਸਟੇਸ਼ਨ ਹਨ।

 

Continue Reading

Latest News

Trending