Chandigarh
ਪੰਜਾਬ ਵਿੱਚ ਜ਼ਿਮਨੀ ਚੋਣਾਂ ਦੀ ਤਰੀਕ ਬਦਲੀ
13 ਦੀ ਥਾਂ ਹੁਣ 20 ਨਵੰਬਰ ਨੂੰ ਹੋਵੇਗੀ ਵੋਟਿੰਗ
ਚੰਡੀਗੜ੍ਹ, 4 ਨਵੰਬਰ (ਸ.ਬ.) ਪੰਜਾਬ ਵਿੱਚ ਜ਼ਿਮਨੀ ਚੋਣਾਂ ਦੀ ਤਰੀਕ ਬਦਲ ਦਿੱਤੀ ਗਈ ਹੈ ਅਤੇ ਹੁਣ 20 ਨਵੰਬਰ ਨੂੰ ਵੋਟਿੰਗ ਹੋਵੇਗੀ। ਪਹਿਲਾਂ ਇਹ ਵੋਟਿੰਗ 13 ਨਵੰਬਰ ਨੂੰ ਕਰਵਾਈ ਜਾਣੀ ਸੀ। ਵੋਟਾਂ ਦੀ ਗਿਣਤੀ ਦੀ ਮਿਤੀ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ ਜੋ 23 ਨਵੰਬਰ ਨੂੰ ਹੀ ਹੋਵੇਗੀ।
ਇਸ ਸੰਬੰਧੀ ਵੱਖ-ਵੱਖ ਮਾਨਤਾ ਪ੍ਰਾਪਤ ਰਾਸ਼ਟਰੀ ਅਤੇ ਰਾਜਨੀਤਿਕ ਪਾਰਟੀਆਂ (ਭਾਜਪਾ, ਕਾਂਗਰਸ, ਬਸਪਾ, ਆਰ. ਐਲ. ਡੀ. ਸਮੇਤ) ਵਲੋਂ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਗਈ ਸੀ ਕਿ 13 ਨਵੰਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਵਾਲੇ ਵਿਧਾਨ ਸਭਾ ਹਲਕਿਆਂ ਵਿੱਚ ਚੋਣ ਦੀ ਤਰੀਕ ਬਦਲੀ ਜਾਵੇ। ਪੰਜਾਬ ਦੇ ਚਾਰ ਵਿਧਾਨਸਭਾ ਹਲਕਿਆਂ ਗਿੱਦੜਬਾਹਾ, ਬਰਨਾਲਾ, ਚੱਬੇਵਾਲ ਅਤੇ ਡੇਰਾਬਾਬਾ ਨਾਨਕ ਵਿਖੇ 13 ਨੰਵਬਰ ਨੂੰ ਵੋਟਾਂ ਪੈਣੀਆਂ ਸਨ।
ਇਸ ਸੰਬੰਧੀ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਵਿੱਚ ਕਾਂਗਰਸ ਦੇ ਇੱਕ ਵਫਦ ਵਲੋਂ ਚੋਣ ਕਮਿਸ਼ਨ ਨੂੰ ਮਿਲ ਕੇ ਮੰਗ ਕੀਤੀ ਗਈ ਸੀ ਕਿ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ 15 ਨਵੰਬਰ ਨੂੰ ਹੈ ਅਤੇ ਇਸ ਦੇ ਮੱਦੇਨਜ਼ਰ ਵੋਟਿੰਗ ਦੀ ਤਰੀਕ ਵਿੱਚ ਬਦਲਾਅ ਕੀਤਾ ਜਾਵੇ, ਕਿਉਂਕਿ ਉਨ੍ਹਾਂ ਦਿਨਾਂ ਵਿੱਚ ਲੋਕਾਂ ਦੇ ਧਾਰਮਕ ਰੁਝੇਵੇਂ ਵਧ ਜਾਂਦੇ ਹਨ ਅਤੇ ਵੋਟਿੰਗ ਘਟ ਸਕਦੀ ਹੈ।
ਇਸ ਦੌਰਾਨ ਹੋਰਨਾਂ ਪਾਰਟੀਆਂ ਨੇ ਵੀ ਜਾ ਕੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਸੀ ਜਿਸ ਤੋਂ ਬਾਅਦ ਹੁਣ ਚੋਣ ਕਮਿਸ਼ਨ ਵੱਲੋਂ ਫੈਸਲਾ ਲਿਆ ਗਿਆ ਹੈ ਕਿ 13 ਨਵੰਬਰ ਨੂੰ ਪੰਜਾਬ ਦੇ ਵਿੱਚ ਜਿਮਣੀ ਚੋਣਾਂ ਨਹੀਂ ਹੋਣਗੀਆਂ ਅਤੇ ਹੁਣ 13 ਦੀ ਥਾਂ 20 ਨਵੰਬਰ ਨੂੰ ਵੋਟਾਂ ਪੈਣਗੀਆਂ। ਆਪਣੇ ਫੈਸਲੇ ਵਿੱਚ ਚੋਣ ਕਮਿਸ਼ਨ ਨੇ ਕਿਹਾ ਹੈ ਕਿ ਉਸ ਦਿਨ ਵੱਡੇ ਪੱਧਰ ਤੇ ਸਮਾਜਿਕ, ਸੱਭਿਆਚਾਰਕ ਅਤੇ ਧਾਰਮਿਕ ਰੁਝੇਵਿਆਂ ਨੂੰ ਧਿਆਨ ਵਿੱਚ ਰੱਖਦੇ ਹੋਏ (ਜੋ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਅਸੁਵਿਧਾ ਦਾ ਕਾਰਨ ਬਣ ਸਕਦੇ ਹਨ ਅਤੇ ਪੋਲ ਦੌਰਾਨ ਵੋਟਰਾਂ ਦੀ ਭਾਗੀਦਾਰੀ ਨੂੰ ਘਟਾ ਸਕਦੇ ਹਨ) ਵੋਟਿੰਗ ਦੀ ਮਿਤੀ ਬਦਲੀ ਜਾ ਰਹੀ ਹੈ।
ਇੱਥੱੇ ਜ਼ਿਕਰਯੋਗ ਹੈ ਕਿ ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਜ਼ਿਮਨੀ ਚੋਣਾਂ ਵਿੱਚ ਪੂਰੇ ਜੋਰ ਸ਼ੋੋਰ ਨਾਲ ਪ੍ਰਚਾਰ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਵੀ ਕੱਲ ਡੇਰਾ ਬਾਬਾ ਨਾਨਕ ਵਿੱਚ ਰੈਲੀ ਕੀਤੀ ਗਈ ਸੀ।
Chandigarh
ਪੰਜਾਬ ਪੁਲੀਸ ਵੱਲੋਂ 1 ਕਿਲੋ ਆਈਸ ਅਤੇ 1 ਕਿਲੋ ਹੈਰੋਇਨ ਸਮੇਤ ਤਿੰਨ ਵਿਅਕਤੀ ਕਾਬੂ
ਵਿਦੇਸ਼ੀ ਗੈਂਗਸਟਰ ਗੁਰਦੇਵ ਜੈਸਲ ਦੇ ਸੰਪਰਕ ਵਿੱਚ ਸੀ ਗ੍ਰਿਫਤਾਰ ਮੁਲਜ਼ਮ ਕਰਣਦੀਪ ਸਿੰਘ
ਚੰਡੀਗੜ੍ਹ, 6 ਨਵੰਬਰ (ਸ.ਬ.) ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਗੈਂਗਸਟਰ ਨਾਰਕੋ ਗਠਜੋੜ ਦੇ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇੱਕ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੇ ਕਬਜ਼ੇ ਵਿੱਚੋਂ 1 ਕਿਲੋ ਆਈਸ (ਮੇਥਾਮਫੇਟਾਮਾਈਨ) ਅਤੇ 1 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਭਕਨਾ ਕਲਾ ਦੇ ਰਹਿਣ ਵਾਲੇ ਕਰਨਦੀਪ ਸਿੰਘ (22), ਜੀਵਨ ਸਿੰਘ (19) ਅਤੇ ਮਨਜਿੰਦਰ ਸਿੰਘ (21) ਦੋਵੇਂ ਵਾਸੀ ਚੋਹਲਾ ਸਾਹਿਬ, ਤਰਨਤਾਰਨ ਵਜੋਂ ਹੋਈ ਹੈ। ਪੁਲੀਸ ਟੀਮਾਂ ਨੇ ਉਨ੍ਹਾਂ ਦੀ ਟੋਇਟਾ ਈਟੀਓਸ ਕਾਰ ਨੂੰ ਵੀ ਜ਼ਬਤ ਕਰ ਲਿਆ ਹੈ, ਜਿਸ ਵਿੱਚ ਉਹ ਸਫ਼ਰ ਕਰ ਰਹੇ ਸਨ।
ਡੀ ਜੀ ਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਮੁਲਜ਼ਮ ਕਰਨਦੀਪ ਛੇ ਸਾਲਾਂ ਬਾਅਦ ਪੰਜਾਬ ਪਰਤਣ ਤੋਂ ਪਹਿਲਾਂ ਦੁਬਈ ਅਤੇ ਰੂਸ ਦੇ ਮਾਸਕੋ ਵਿੱਚ ਰਹਿ ਰਿਹਾ ਸੀ। ਪੰਜਾਬ ਪਰਤਣ ਤੋਂ ਬਾਅਦ, ਮੁਲਜ਼ਮ ਕਰਨਦੀਪ ਨੇ ਵੱਖ-ਵੱਖ ਸੋਸ਼ਲ ਮੀਡੀਆ ਐਪ ਦੀ ਵਰਤੋਂ ਕਰਕੇ ਪਾਕਿ ਸਥਿਤ ਨਸ਼ਾ ਤਸਕਰਾਂ ਨਾਲ ਸੰਪਰਕ ਕਾਇਮ ਕੀਤਾ ਅਤੇ ਅੰਮ੍ਰਿਤਸਰ ਅਤੇ ਗੁਆਂਢੀ ਜ਼ਿਲ੍ਹਿਆਂ ਵਿੱਚ ਅੱਗੇ ਸਪਲਾਈ ਕਰਨ ਲਈ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਸ਼ੁਰੂ ਕਰ ਦਿੱਤੀ। ਉਹਨਾਂ ਦੱਸਿਆ ਕਿ ਜਾਂਚ ਵਿੱਚ ਇਹ ਵੀ ਪਾਇਆ ਗਿਆ ਹੈ ਕਿ ਮੁਲਜ਼ਮ ਕਰਨਦੀਪ ਵਿਦੇਸ਼ ਵਿੱਚ ਰਹਿੰਦੇ ਗੈਂਗਸਟਰ ਗੁਰਦੇਵ ਉਰਫ਼ ਜੈਸਲ ਦੇ ਸੰਪਰਕ ਵਿੱਚ ਸੀ। ਗੁਰਦੇਵ ਜੈਸਲ ਕੈਨੇਡਾ ਸਥਿਤ ਅੱਤਵਾਦੀਆਂ ਲਖਬੀਰ ਉਰਫ ਲੰਡਾ ਅਤੇ ਸਤਬੀਰ ਸਿੰਘ ਉਰਫ ਸੱਤਾ ਦਾ ਮੁੱਖ ਸੰਚਾਲਕ ਹੈ, ਜੋ ਪੁਲਸ ਸਟੇਸ਼ਨ ਸਰਹਾਲੀ ਤੇ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰ ਪੀ ਜੀ) ਹਮਲੇ ਅਤੇ ਪੰਜਾਬ ਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀਆਂ ਕਈ ਸਾਜ਼ਿਸ਼ਾਂ ਵਿੱਚ ਸ਼ਾਮਿਲ ਹੈ।
ਪੁਲੀਸ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਗੁਪਤ ਸੂਚਨਾ ਤੇ ਤੁਰੰਤ ਕਾਰਵਾਈ ਕਰਦਿਆਂ ਡੀ. ਸੀ. ਪੀ. ਇਨਵੈਸਟੀਗੇਸ਼ਨ ਹਰਪ੍ਰੀਤ ਸਿੰਘ ਮੰਡੇਰ ਦੀ ਅਗਵਾਈ ਹੇਠ ਸੀ. ਆਈ. ਏ. ਸਟਾਫ-1 ਦੀਆਂ ਪੁਲੀਸ ਟੀਮਾਂ ਨੇ ਪੁਲੀ ਸੂਆ ਨੇੜੇ ਨਾਕਾ ਲਗਾਇਆ ਸੀ ਅਤੇ ਅੰਮ੍ਰਿਤਸਰ ਦੇ ਅਜਨਾਲਾ ਰੋਡ ਤੇ ਉਨ੍ਹਾਂ ਦੇ ਵਾਹਨ ਵਿੱਚੋਂ ਨਸ਼ੀਲੇ ਪਦਾਰਥਾਂ ਦੀ ਖੇਪ ਬਰਾਮਦ ਕਰਕੇ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਉਹਨਾਂ ਕਿਹਾ ਕਿ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਅਤੇ ਬਰਾਮਦਗੀ ਦੀ ਉਮੀਦ ਹੈ।
Chandigarh
ਸਿੱਖ ਮੁਲਾਜ਼ਮਾਂ ਨੂੰ ਹਵਾਈ ਅੱਡਿਆਂ ਤੇ ਕਿਰਪਾਨ ਧਾਰਨ ਕਰਕੇ ਡਿਊਟੀ ਕਰਨ ਤੇ ਰੋਕ ਦਾ ਹੁਕਮ ਸਿੱਖ ਕਦਰਾਂ ਕੀਮਤਾਂ ਅਤੇ ਮਾਨਤਾਵਾਂ ਨੂੰ ਢਾਹ ਲਾਉਣ ਦਾ ਸ਼ਰਮਨਾਕ ਯਤਨ : ਸਰਬਜੀਤ ਝਿੰਜਰ
ਚੰਡੀਗੜ੍ਹ, 6 ਨਵੰਬਰ (ਸ.ਬ.) ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਸਿਵਲ ਏਵੀਏਸ਼ਨ ਮੰਤਰਾਲੇ ਅਤੇ ਬਿਊਰੋ ਆਫ ਸਿਵਲ ਏਵੀਏਸ਼ਨ ਵੱਲੋਂ ਸਿੱਖ ਮੁਲਾਜ਼ਮਾਂ ਨੂੰ ਡਿਊਟੀ ਤੇ ਕਿਰਪਾਨ ਪਹਿਨਣ ਤੋਂ ਰੋਕੇ ਜਾਣ ਵਾਲੇ ਤਾਜ਼ਾ ਹੁਕਮਾਂ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਸਿਵਲ ਏਵੀਏਸ਼ਨ ਮੰਤਰਾਲੇ ਦਾ ਇਹ ਹੁਕਮ ਸਿੱਖ ਕਦਰਾਂ ਕੀਮਤਾਂ ਅਤੇ ਮਾਨਤਾਵਾਂ ਨੂੰ ਢਾਹ ਲਾਉਣ ਦਾ ਸ਼ਰਮਨਾਕ ਯਤਨ ਹੈ। ਉਹਨਾਂ ਕਿਹਾ ਕਿ ਬਿਊਰੋ ਆਫ਼ ਸਿਵਲ ਏਵੀਏਸ਼ਨ ਸਕਿਉਰਿਟੀ (ਬੀ. ਸੀ. ਏ. ਐਸ.) ਵੱਲੋਂ ਬੀਤੀ 30 ਅਕਤੂਬਰ ਨੂੰ ਸਿੱਖ ਕਰਮਚਾਰੀਆਂ ਨੂੰ ਡਿਊਟੀ ਤੇ ਕਿਰਪਾਨ ਪਾਕੇ ਜਾਣ ਤੇ ਰੋਕ ਲਗਾਉਣ ਦਾ ਤਾਜ਼ਾ ਹੁਕਮ, ਪੂਰੀ ਤਰ੍ਹਾਂ ਅਸਵੀਕਾਰਨਯੋਗ ਹੈ ਅਤੇ ਇਸਨੇ ਦੇਸ਼ ਭਰ ਦੇ ਹਵਾਈ ਅੱਡਿਆਂ ਤੇ ਸਿੱਖ ਕਰਮਚਾਰੀਆਂ ਨੂੰ ਪ੍ਰਭਾਵਿਤ ਕੀਤਾ ਹੈ।
ਉਹਨਾਂ ਕਿਹਾ ਕਿ ਕਿਰਪਾਨ (ਸ੍ਰੀ ਸਾਹਿਬ) ਸਾਡੇ ਲਈ ਬਹੁਤ ਧਾਰਮਿਕ ਮਹੱਤਵ ਰੱਖਦੀ ਹੈ ਅਤੇ ਇਹ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਸਾਨੂੰ ਦਿੱਤੇ 5 ਕੱਕਾਰਾਂ ਵਿੱਚੋਂ ਇੱਕ ਹੈ ਇਸ ਲਈ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਅਤੇ ਬੀ ਸੀ ਏ ਐਸ ਵਲੋਂ ਇਸ ਹੁਕਮ ਨੂੰ ਤੁਰੰਤ ਰੱਦ ਕੀਤਾ ਜਾਵੇ।
ਉਹਨਾਂ ਕਿਹਾ ਕਿ ਇਹਨਾਂ ਹੁਕਮਾਂ ਤਹਿਤ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ਨੂੰ ਸੁਰੱਖਿਆ ਜਾਂਚ ਤੋਂ ਬਾਅਦ ਟਰਮੀਨਲ ਖੇਤਰਾਂ ਵਿੱਚ ਦਾਖਲ ਹੋਣ ਤੋਂ ਰੋਕਿਆ ਗਿਆ ਹੈ ਜੋ ਉਹਨਾਂ ਦੀ ਪੇਸ਼ੇਵਰ ਡਿਊਟੀ ਨਿਭਾਉਣ ਦੀ ਯੋਗਤਾ ਵਿੱਚ ਰੁਕਾਵਟ ਹੈ। ਉਹਨਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਆਪਣੇ ਧਰਮ ਦੀ ਮਾਨਤਾ ਅਤੇ ਕਦਰਾਂ ਕੀਮਤਾਂ ਤੇ ਪਹਿਰਾ ਦੇਣ ਦਾ ਜਮਹੂਰੀ ਅਧਿਕਾਰ ਹੈ, ਅਤੇ ਇਹ ਕਦਮ ਸਪੱਸ਼ਟ ਤੌਰ ਤੇ ਦੇਸ਼ ਭਰ ਦੇ ਹਵਾਈ ਅੱਡਿਆਂ ਤੇ ਕੰਮ ਕਰਨ ਵਾਲੇ ਸਿੱਖ ਕਰਮਚਾਰੀਆਂ ਦੇ ਅਧਿਕਾਰ ਦਾ ਘਾਣ ਕਰਦਾ ਹੈ।
ਉਹਨਾਂ ਕਿਹਾ ਕਿ ਇਹ ਧਾਰਮਿਕ ਅਸਹਿਣਸ਼ੀਲਤਾ ਅਤੇ ਵਿਤਕਰੇ ਦੀ ਇੱਕ ਹੋਰ ਸ਼ਰਮਨਾਕ ਉਦਾਹਰਣ ਹੈ, ਜਿਸਦੀ ਭਾਰਤ ਵਰਗੇ ਲੋਕਤੰਤਰੀ ਦੇਸ਼ ਵਿੱਚ ਕੋਈ ਥਾਂ ਨਹੀਂ ਹੈ।
ਉਹਨਾਂ ਕਿਹਾ ਕਿ ਇਹ ਕੋਈ ਪਹਿਲੀ ਘਟਨਾ ਨਹੀਂ ਹੈ, ਬਲਕਿ ਸਿੱਖ ਵਿਰੋਧੀ ਭਾਵਨਾਵਾਂ ਅਤੇ ਨਫ਼ਰਤ ਭਰੇ ਭਾਸ਼ਣ ਦੇ ਇੱਕ ਵੱਡੇ ਪੈਟਰਨ ਦਾ ਹਿੱਸਾ ਹੈ ਜੋ ਭਾਜਪਾ ਦੁਆਰਾ ਲਗਾਤਾਰ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸਿੱਖ ਕੌਮ ਆਪਣੇ ਹੱਕਾਂ ਅਤੇ ਮਾਣ-ਸਨਮਾਨ ਦੀ ਅਜਿਹੀ ਨਿਰਾਦਰੀ ਨਹੀਂ ਬਰਦਾਸ਼ਤ ਕਰੇਗੀ।
Chandigarh
ਹਿੰਦੂ ਸਿੱਖ ਏਕਤਾ ਵਿੱਚ ਤਰੇੜਾਂ ਪਾ ਕੇ ਸਿਆਸੀ ਰੋਟੀਆਂ ਸੇਕਣ ਦੀ ਕੋਸ਼ਿਸ਼ ਕਰ ਰਹੇ ਹਨ ਕਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ : ਅਮਨਜੋਤ ਕੌਰ ਰਾਮੂਵਾਲੀਆ
ਚੰਡੀਗੜ੍ਹ, 6 ਨਵੰਬਰ (ਸ.ਬ.) ਭਾਜਪਾ ਦੀ ਕੌਮੀ ਕਾਰਜਕਾਰਨੀ ਦੇ ਮੈਂਬਰ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਕਿਹਾ ਹੈ ਕਿ ਕਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਹਿੰਦੂ ਸਿੱਖ ਏਕਤਾ ਵਿੱਚ ਤਰੇੜਾਂ ਪਾ ਕੇ ਸਿਆਸੀ ਰੋਟੀਆਂ ਸੇਕਣ ਦੀ ਕੋਸ਼ਿਸ਼ ਕਰ ਰਹੇ ਹਨ।
ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਭਾਰਤ ਅਤੇ ਕਨੇਡਾ ਦੇ ਆਪਸੀ ਸਬੰਧ ਬਹੁਤ ਹੀ ਪੁਰਾਣੇ ਅਤੇ ਮਧੁਰ ਸਨ, ਜਿਨ੍ਹਾਂ ਨੂੰ ਹੁਣ ਉਥੋਂ ਦੇ ਮੌਜੂਦਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਲੋਂ ਖਰਾਬ ਕੀਤਾ ਜਾ ਰਿਹਾ ਹੈ।
ਉਹਨਾਂ ਕਿਹਾ ਕਿ ਟਰੂਡੋ ਤੇ ਇਹ ਦੋਸ਼ ਵੀ ਲੱਗਦੇ ਹਨ ਕਿ ਉਹ ਪਹਿਲੇ ਅਜਿਹੇ ਪ੍ਰਧਾਨ ਮੰਤਰੀ ਹਨ ਜਿਹੜੇ ਪੈਸੇ ਇਕੱਠੇ ਕਰ ਰਹੇ ਹਨ ਅਤੇ ਆਪਣੀ ਸਿਆਸੀ ਕੁਰਸੀ ਨੂੰ ਬਚਾਉਣ ਲਈ ਹਰ ਤਰ੍ਹਾਂ ਦਾ ਗੈਰ ਸੰਵਿਧਾਨਿਕ ਵਤੀਰਾ ਵਰਤ ਰਹੇ ਹਨ। ਉਸੇ ਕੜੀ ਤਹਿਤ ਹੀ ਉਹ ਆਏ ਦਿਨ ਭਾਰਤ ਤੇ ਇਲਜ਼ਾਮ ਲਗਾ ਰਹੇ ਹਨ ਤੇ ਕੁੱਝ ਕੱਟੜਪੰਥੀਆਂ ਨੂੰ ਖੁਸ਼ ਕਰਨ ਲਈ ਹਿੰਦੂ ਸਿੱਖ ਏਕਤਾ ਵਿੱਚ ਨਫਰਤ ਤੇ ਬੀਜ ਬੋ ਕੇ ਆਪਣੀ ਕੁਰਸੀ ਬਚਾਉਣ ਦੇ ਚੱਕਰ ਵਿੱਚ ਹਨ।।
ਉਹਨਾਂ ਕਿਹਾ ਕਿ ਜੇਕਰ ਕੈਨੇਡਾ ਅਤੇ ਭਾਰਤ ਦੇ ਸੰਬੰਧ ਵਿਗੜਦੇ ਹਨ ਤੇ ਉਸਦਾ ਸਭ ਤੋਂ ਵੱਡਾ ਸੇਕ ਪੰਜਾਬ ਨੂੰ ਲੱਗੇਗਾ। ਉਹਨਾਂ ਕਿਹਾ ਕਿ ਕੱਟੜ ਪੰਥ ਦੇ ਨਾਂ ਤੇ ਭਾਰਤ ਨੂੰ ਬਦਨਾਮ ਕਰਨ ਵਾਲੇ ਉਹਨਾਂ ਲੋਕਾਂ ਨੂੰ ਆਪਣੇ ਅੰਦਰ ਝਾਤ ਮਾਰਨੀ ਚਾਹੀਦੀ ਹੈ।
-
Mohali2 months ago
ਸਾਹਿਤਕਾਰ ਸੁਭਾਸ਼ ਭਾਸਕਰ ਦਾ ਸਨਮਾਨ ਸਮਾਗਮ ਅਤੇ ਕਵੀ ਦਰਬਾਰ ਸੰਪੰਨ
-
Mohali1 month ago
ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਗੜਣ ਤੇ ਫੋਰਟਿਸ ਹਸਪਤਾਲ ਵਿੱਚ ਕਰਵਾਇਆ ਭਰਤੀ
-
International2 months ago
ਯੂਕਰੇਨ ਵੱਲੋਂ ਟੈਲੀਗ੍ਰਾਮ ਐਪ ਤੇ ਪਾਬੰਦੀ
-
Mohali1 month ago
2 ਤੋਂ 12 ਅਕਤੂਬਰ ਤਕ ਹੋਵੇਗਾ ਰਾਮਲੀਲਾ ਦਾ ਆਯੋਜਨ
-
International1 month ago
ਪ੍ਰਧਾਨ ਮੰਤਰੀ ਮੋਦੀ ਵੱਲੋਂ ਨਿਊਯਾਰਕ ਵਿੱਚ ਯੂਕ੍ਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਮੁਲਾਕਾਤ
-
Horscope1 month ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
-
Editorial1 month ago
ਪੰਚਾਇਤੀ ਚੋਣਾਂ ਸਬੰਧੀ ਖੁੰਢ ਚਰਚਾ ਸ਼ੁਰੂ
-
National1 month ago
3 ਮਹੀਨੇ ਪਹਿਲਾਂ ਕਤਲ ਕੀਤੇ ਭਾਜਪਾ ਨੇਤਾ ਦੀ ਪਤਨੀ ਵੱਲੋਂ ਖ਼ੁਦਕੁਸ਼ੀ