Connect with us

Chandigarh

26 ਨਵੰਬਰ ਤੋਂ ਮਰਨ ਵਰਤ ਤੇ ਬੈਠਣਗੇ ਜਗਜੀਤ ਸਿੰਘ ਡੱਲੇਵਾਲ

Published

on

 

ਚੰਡੀਗੜ੍ਹ, 16 ਨਵੰਬਰ (ਸ.ਬ.) ਕਿਸਾਨ ਮਜ਼ਦੂਰ ਮੋਰਚਾ (ਭਾਰਤ) ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਨਾਲ ਸੰਬੰਧਿਤ ਜੱਥੇਬੰਦੀਆਂ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਕਿਸਾਨ ਮਜਦੂਰ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ 26 ਨਵੰਬਰ ਤੋਂ ਖਨੌਰੀ ਬਾਡਰ ਮੋਰਚੇ ਤੇ ਮਰਨ ਵਰਤ ਤੇ ਬੈਠਣਗੇ। ਅੱਜ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਸਾਂਝੀ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਆਗੂਆਂ ਨੇ ਕਿਹਾ ਕਿ ਜਦੋਂ ਤਕ ਸਰਕਾਰ ਅੰਦੋਲਨ ਦੀਆਂ ਮੰਗਾਂ ਦੀ ਪੂਰਤੀ ਨਹੀਂ ਕਰੇਗੀ ਮਰਨ ਵਰਤ ਆਖਰੀ ਸਾਹ ਤੱਕ ਜਾਰੀ ਰੱਖਣਗੇ।

ਇਸ ਮੌਕੇ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਉਹ ਕੁਰਬਾਨੀ ਦੇਣ ਲਈ ਮਰਨ ਵਰਤ ਤੇ ਬੈਠਣਗੇ ਕਿਉਂਕਿ ਸਰਕਾਰ ਨੇ ਅੰਦੋਲਨ ਦੀ ਲਗਾਤਾਰ ਅਣਦੇਖੀ ਕੀਤੀ ਹੈ। ਇਸ ਮੌਕੇ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ 26 ਤਰੀਕ ਨੂੰ ਦੋਨਾਂ ਫੋਰਮਾਂ ਦੀ ਲੀਡਰਸ਼ਿਪ ਹਾਜ਼ਿਰ ਹੋ ਕੇ ਡੱਲੇਵਾਲ ਦਾ ਮਰਨ ਵਰਤ ਆਰੰਭ ਕਰਵਾਏਗੀ।

ਆਗੂਆਂ ਨੇ ਕਿਹਾ ਕਿ ਇੱਕ ਪਾਸੇ ਸਰਕਾਰ ਦਾਅਵਾ ਕਰ ਰਹੀ ਹੈ ਕਿ ਘੱਟੋ-ਘੱਟ ਸਮਰਥਨ ਮੁੱਲ ਹੈ ਅਤੇ ਜਾਰੀ ਰਹੇਗਾ, ਪਰ ਕਿਸਾਨ ਜਦੋਂ ਮੰਡੀਆਂ ਵਿੱਚ ਝੋਨੇ ਦੀ ਫਸਲ ਵੇਚ ਰਹੇ ਹਨ ਉਸਦੀ ਕੀਮਤ ਅਤੇ ਵਜ਼ਨ ਵਿੱਚ ਭਾਰੀ ਕਟੌਤੀ ਕੀਤੀ ਜਾ ਰਹੀ ਹੈ। ਦੂਜੇ ਪਾਸੇ ਸਰਕਾਰ ਵੱਲੋਂ ਵੱਖ-ਵੱਖ ਕੰਪਨੀਆਂ ਵੱਲੋਂ ਦਿੱਤੀ ਜਾ ਰਹੀ ਖਾਦ ਦੇ ਰੇਟਾਂ ਵਿੱਚ ਭਾਰੀ ਹੇਰਾਫੇਰੀ ਕੀਤੀ ਜਾ ਰਹੀ ਹੈ 1350/- ਰੁਪਏ ਵਾਲੀ ਬੋਰੀ 1750 ਤੱਕ ਦਿੱਤੀ ਜਾ ਰਹੀ ਹੈ। ਉਹਨਾਂ ਕਿਹਾ ਕਿ 18 ਨੂੰ ਦੋਨਾਂ ਫੋਰਮਾਂ ਵੱਲੋਂ ਕਿਸਾਨ ਭਵਨ ਵਿੱਚ ਹੋਰ ਐਲਾਨ ਕੀਤੇ ਜਾਣਗੇ।

ਇਸ ਮੌਕੇ ਸਰਵਣ ਸਿੰਘ ਪੰਧੇਰ, ਗੁਰਿੰਦਰ ਸਿੰਘ ਭੰਗੂ, ਜਸਵਿੰਦਰ ਸਿੰਘ ਲੌਂਗੋਵਾਲ, ਲਖਵਿੰਦਰ ਸਿੰਘ ਔਲਖ, ਸੁਰਜੀਤ ਸਿੰਘ ਫੂਲ, ਸੁਖਜੀਤ ਸਿੰਘ ਹਰਦੋਝੰਡੇ, ਤੇਜਵੀਰ ਸਿੰਘ ਪੰਜੋਖਰਾ, ਗੁਰਅਮਨੀਤ ਸਿੰਘ ਮਾਂਗਟ, ਬਲਵੰਤ ਸਿੰਘ ਬੇਹਰਾਮਕੇ, ਜੰਗ ਸਿੰਘ ਭਤੇੜੀ, ਮਨਪ੍ਰੀਤ ਸਿੰਘ ਬਾਠ, ਸੁਰਿੰਦਰ ਸਿੰਘ ਮੁਹਾਲੀ, ਦਰਸ਼ਨ ਸਿੰਘ ਔਲਖ, ਹਰਜੀਤ ਸਿੰਘ ਪਟਿਆਲਾ ਵੀ ਹਾਜ਼ਰ ਸਨ।

Continue Reading

Chandigarh

ਪੰਚਾਇਤੀ ਰਾਜ ਦਿਵਸ ਦੀਆਂ ਤਿਆਰੀਆਂ ਲਈ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੀ ਮੀਟਿੰਗ ਆਯੋਜਿਤ

Published

on

By

ਚੰਡੀਗੜ੍ਹ,18 ਅਪ੍ਰੈਲ (ਸ.ਬ.) ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੀ ਇੱਕ ਵਿਸ਼ੇਸ਼ ਮੀਟਿੰਗ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੁੱਖ ਦਫਤਰ, ਚੰਡੀਗੜ੍ਹ ਵਿਖੇ ਸੂਬਾ ਚੇਅਰਮੈਨ ਐਡਵੋਕੇਟ ਜਸਪ੍ਰੀਤ ਸਿੰਘ ਕਲਾਲਮਾਜਰਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ 24 ਅਪ੍ਰੈਲ ਨੂੰ ਮਨਾਏ ਜਾਣ ਵਾਲੇ ‘ਰਾਸ਼ਟਰੀ ਪੰਚਾਇਤੀ ਰਾਜ ਦਿਵਸ’ ਸਬੰਧੀ ਰੂਪ-ਰੇਖਾ ਉਲੀਕੀ ਗਈ।

ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ , ਅਮਰਜੀਤ ਸਿੰਘ ਗਿੱਲ ਨੇ ਦੱਸਿਆ ਕਿ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਹੈ ਕਿ 24 ਅਪ੍ਰੈਲ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਆਡੀਟੋਰੀਅਮ ਚੰਡੀਗੜ੍ਹ ਵਿਖੇ ਇੱਕ ਵਿਸ਼ਾਲ ਰਾਜ ਪੱਧਰੀ ਸਮਾਗਮ ਕਰਵਾਇਆ ਜਾਵੇਗਾ। ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਪਹੁੰਚੇ ਪਟਿਆਲਾ ਦੇ ਸਾਬਕਾ ਮੇਅਰ ਸੰਜੀਵ ਸ਼ਰਮਾ ਬਿੱਟੂ, ਡਾ. ਅਮਨਦੀਪ ਕੌਰ ਢੋਲੇਵਾਲ ਅਤੇ ਗੌਰਵ ਸੰਧੂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਸਮਾਗਮ ਦੀ ਸਫਲਤਾ ਲਈ ਅਹਿਮ ਸੁਝਾਅ ਦਿੱਤੇ।

ਉਹਨਾਂ ਕਿਹਾ ਕਿ ਇਸ ਮੌਕੇ ਮੁਹਾਲੀ ਜ਼ਿਲ੍ਹੇ ਦੇ ਕੋਨੇ-ਕੋਨੇ ਤੋਂ ਪੰਚਾਇਤੀ ਨੁਮਾਇੰਦੇ ਵੱਡੀ ਗਿਣਤੀ ਵਿੱਚ ਚੰਡੀਗੜ੍ਹ ਪਹੁੰਚਣਗੇ।

Continue Reading

Chandigarh

ਪੰਜਾਬ ਕੈਬਨਿਟ ਨੇ ਕਿਸਾਨਾਂ ਨੂੰ ਜ਼ਮੀਨਾਂ ਵਿੱਚੋਂ ਗਾਰ ਕੱਢਣ ਦੀ ਪ੍ਰਵਾਨਗੀ ਦਿੱਤੀ

Published

on

By

ਪੰਜਾਬ ਪੰਚਾਇਤੀ ਰਾਜ ਰੂਲਜ਼ 1994 ਵਿੱਚ ਵੀ ਸੋਧ ਨੂੰ ਮੰਜੂਰੀ ਦਿੱਤੀ

ਚੰਡੀਗੜ੍ਹ, 17 ਅਪ੍ਰੈਲ (ਸ.ਬ.) ਪੰਜਾਬ ਮੰਤਰੀ ਮੰਡਲ ਦੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਈ ਮੀਟਿੰਗ ਵਿੱਚ ਸਤਲੁਜ ਅਤੇ ਘੱਗਰ ਦਰਿਆ ਦੇ ਨਾਲ ਲੱਗਦੇ ਖੇਤਰਾਂ ਵਿੱਚੋਂ ਕਿਸਾਨਾਂ ਨੂੰ ਆਪਣੀਆਂ ਜਮੀਨਾਂ ਵਿੱਚੋਂ ਗਾਰ ਕੱਢਣ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਨ੍ਹਾਂ ਦਰਿਆਵਾਂ ਦੇ ਨਾਲ ਲੱਗਦੀਆਂ ਜ਼ਮੀਨਾਂ ਦੇ ਮਾਲਕ ਕਿਸਾਨ ਹੁਣ ਆਪਣੀ ਜ਼ਮੀਨ ਵਿੱਚੋਂ ਗਾਰ (ਡੀਸਿਲਟਿੰਗ) ਕੱਢ ਸਕਣਗੇ। ਪੰਜਾਬ ਸਰਕਾਰ ਨੇ 9 ਸੰਵੇਦਨਸ਼ੀਲ ਡੀਸਿਲਟਿੰਗ ਸਾਈਟਾਂ ਦੀ ਸ਼ਨਾਖ਼ਤ ਕੀਤੀ ਹੈ, ਜਿੱਥੋਂ ਜ਼ਮੀਨ ਮਾਲਕਾਂ ਨੂੰ ਆਪਣੀ ਲਾਗਤ ਤੇ ਡੀਸਿਲਟਿੰਗ ਕਰਨ ਦੀ ਮਨਜ਼ੂਰੀ ਦਿੱਤੀ ਜਾਵੇਗੀ।

ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪਿਛਲੇ ਸਾਲ ਹੜ੍ਹਾਂ ਦੇ ਦੌਰਾਨ ਕਿਸਾਨਾਂ ਦੇ ਖੇਤਾਂ ਵਿੱਚ ਰੇਤ ਚੜ੍ਹ ਗਈ ਸੀ ਅਤੇ ਉਸ ਸਮੇਂ ‘ਜਿਸ ਦਾ ਖੇਤ, ਉਸ ਦੀ ਰੇਤ’ ਸਕੀਮ ਨੂੰ ਪ੍ਰਵਾਨਗੀ ਦਿੱਤੀ ਗਈ ਸੀ। ਉਨ੍ਹਾਂ ਦੱਸਿਆ ਕਿ ਹੁਣ ਸਤਲੁਜ ਤੇ ਘੱਗਰ ਦਰਿਆ ਦੇ ਐਨ ਨਾਲ ਲੱਗਦੇ 9 ਅਜਿਹੇ ਖੇਤਰਾਂ ਦੀ ਸ਼ਨਾਖ਼ਤ ਕੀਤੀ ਗਈ ਹੈ, ਜਿੱਥੋਂ ਜ਼ਮੀਨ ਮਾਲਕ ਕਿਸਾਨ ਪ੍ਰਵਾਨਗੀ ਲੈ ਕੇ ਡੀਸਿਲਟਿੰਗ ਕਰ ਸਕਣਗੇ। ਚੀਮਾ ਨੇ ਦੱਸਿਆ ਕਿ ਇਹ ਕਦਮ ਹੜ੍ਹਾਂ ਤੋਂ ਬਚਾਓ ਅਤੇ ਅਗਾਊਂ ਪ੍ਰਬੰਧ ਕਰਨ ਲਈ ਚੁੱਕਿਆ ਗਿਆ ਹੈ।

ਕੈਬਨਿਟ ਦੇ ਫ਼ੈਸਲੇ ਅਨੁਸਾਰ ਕਿਸਾਨ ਆਪਣੀ ਜ਼ਮੀਨ ਵਿੱਚੋਂ ਕੱਢੀ ਰੇਤ ਜਾਂ ਮਿੱਟੀ ਨੂੰ ਆਪਣੀ ਲੋੜ ਅਨੁਸਾਰ ਮੁਫ਼ਤ ਵਰਤ ਸਕਣਗੇ। ਕਿਸਾਨਾਂ ਨੂੰ ਇਹ ਮਨਜ਼ੂਰੀ 30 ਜੂਨ 2026 ਤੱਕ ਸਮਾਂਬੱਧ ਕੀਤੀ ਗਈ ਹੈ। ਸ਼ਨਾਖ਼ਤ ਸਾਈਟਾਂ ਵਿੱਚ ਹਰਸ਼ਾ ਬੇਲਾ, ਮੰਡਲਾ ਤਾਜੋਵਾਲ, ਰੁਕਨੇਵਾਲਾ,ਖੈਰਾ ਬੇਟ,ਬੁਰਜ ਚਹਿਲਾਂ ਅਤੇ ਕਰਾਲੀ ਆਦਿ ਸ਼ਾਮਲ ਹਨ।

ਉਹਨਾਂ ਦੱਸਿਆ ਕਿ ਕੈਬਨਿਟ ਵੱਲੋਂ ਅੱਜ ਪੰਜਾਬ ਪੰਚਾਇਤੀ ਰਾਜ ਰੂਲਜ਼ 1994 ਵਿੱਚ ਸੋਧ ਨੂੰ ਵੀ ਮੰਜੂਰੀ ਦਿੱਤੀ ਗਈ ਹੈ, ਜਿਸਤੋਂ ਬਾਅਦ ਹੁਣ ਜ਼ਿਲ੍ਹਾ ਪਰਿਸ਼ਦ ਦੇ ਚੁਣੇ ਜਾਣ ਵਾਲੇ ਚੇਅਰਮੈਨ ਅਤੇ ਉਪ ਚੇਅਰਮੈਨਾਂ ਦੇ ਰਾਖਵੇਂਕਰਨ ਦੀ ਰੋਟੇਸ਼ਨ ਵਿੱਚ ਤਬਦੀਲੀ ਹੋਵੇਗੀ। ਵਿੱਤ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਛੇ ਜ਼ਿਲ੍ਹਿਆਂ ਦੀ ਹੱਦਬੰਦੀ ਵਿੱਚ ਤਬਦੀਲੀ ਆਈ ਹੈ ਜਿਨ੍ਹਾਂ ਦੇ ਪਿੰਡਾਂ ਦੀ ਇੱਕ ਦੂਜੇ ਜ਼ਿਲ੍ਹੇ ਵਿੱਚ ਅਦਲਾ ਬਦਲੀ ਹੋਈ ਹੈ। ਉਹਨਾਂ ਕਿਹਾ ਕਿ ਇਸ ਅਦਲਾ ਬਦਲੀ ਕਾਰਨ ਇਨ੍ਹਾਂ ਜ਼ਿਲ੍ਹਿਆਂ ਦੇ ਜ਼ਿਲ੍ਹਾ ਪਰਿਸ਼ਦਾਂ ਦੇ ਚੇਅਰਮੈਨਾਂ ਅਤੇ ਉਪ ਚੇਅਰਮੈਨਾਂ ਦੇ ਰਾਖਵੇਂਕਰਨ ਵਿੱਚ ਵੀ ਤਬਦੀਲੀ ਆਵੇਗੀ। ਉਹਨਾਂ ਕਿਹਾ ਕਿ ਜ਼ਿਲ੍ਹਾ ਮੁਹਾਲੀ, ਪਟਿਆਲਾ, ਮਲੇਰਕੋਟਲਾ, ਸੰਗਰੂਰ, ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ ਦੀਆਂ ਜ਼ਿਲ੍ਹਾ ਪਰਿਸ਼ਦਾਂ ਦੇ ਚੇਅਰਮੈਨਾਂ ਅਤੇ ਉਪ ਚੇਅਰਮੈਨਾਂ ਦੇ ਰਾਖਵੇਂਕਰਨ ਦਾ ਰੋਸਟਰ ਤਬਦੀਲ ਹੋਵੇਗਾ।

Continue Reading

Chandigarh

ਪੰਜਾਬ ਨੂੰ ਮੁੜ ਵਿਕਾਸ ਦੀਆਂ ਲੀਹਾਂ ਤੇ ਲਿਜਾਣ ਲਈ ਅਤੇ ਭਰਿਸ਼ਟਾਚਾਰ ਮੁਕਤ ਪੰਜਾਬ ਬਣਾਉਣ ਲਈ ਕੰਮ ਕਰੇਗੀ ਪੰਜਾਬੀ ਲੋਕ ਰਾਜ ਪਾਰਟੀ : ਕਿਰਨਬੀਰ ਸਿੰਘ ਕੰਗ

Published

on

By

ਨਵੀਂ ਸਿਆਸੀ ਪਾਰਟੀ ਦਾ ਗਠਨ ਕੀਤਾ, 2027 ਵਿੱਚ ਪੰਜਾਬ ਦੀਆਂ ਸਾਰੀਆਂ ਸੀਟਾਂ ਤੇ ਚੋਣ ਲੜੇਗੀ ਪੰਜਾਬੀ ਲੋਕ ਰਾਜ ਪਾਰਟੀ

ਚੰਡੀਗੜ੍ਹ, 17 ਅਪ੍ਰੈਲ (ਭਗਵੰਤ ਸਿੰਘ ਬੇਦੀ) ਸਾਬਕਾ ਅਕਾਲੀ ਆਗੂ ਅਤੇ ਯੂਥ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਕਿਰਨਬੀਰ ਸਿੰਘ ਕੰਗ ਵਲੋਂ ਆਪਣੀ ਨਵੀਂ ਸਿਆਸੀ ਪਾਰਟੀ ਦੇ ਗਠਨ ਦਾ ਐਲਾਨ ਕੀਤਾ ਗਿਆ ਹੈ। ਅੱਜ ਇੱਥੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਪੰਜਾਬੀ ਲੋਕ ਰਾਜ ਪਾਰਟੀ ਦੇ ਗਠਨ ਦਾ ਐਲਾਨ ਕਰਦਿਆਂ ਉਹਨਾਂ ਕਿਹਾ ਕਿ ਪਾਰਟੀ ਪੰਜਾਬ ਨੂੰ ਫਿਰ ਤੋਂ ਵਿਕਾਸ ਦੀਆਂ ਲੀਹਾਂ ਤੇ ਲਿਜਾਣ ਅਤੇ ਭਰਿਸ਼ਟਾਚਾਰ ਮੁਕਤ ਪੰਜਾਬ ਬਣਾਉਣ ਲਈ ਕੰਮ ਕਰੇਗੀ।

ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਪੰਜਾਬੀ ਲੋਕ ਰਾਜ ਪਾਰਟੀ ਦਾ ਗਠਨ ਪੰਜਾਬ ਨੂੰ ਮੁੜ ਹਿੰਦੁਸਤਾਨ ਦਾ ਨੰਬਰ ਇੱਕ ਸੂਬਾ ਬਣਾਉਣ ਲਈ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਪੰਜਾਬ ਦੀਆਂ ਸਿਆਸੀ ਪਾਰਟੀਆਂ ਦਹਾਕਿਆਂ ਤੋਂ ਪੰਜਾਬ ਨਾਲ ਖਿਲਵਾੜ ਕਰਦੀਆਂ ਆ ਰਹੀਆਂ ਹਨ ਅਤੇ ਸਰਕਾਰਾਂ ਦਾ ਧਿਆਨ ਵਿਕਾਸ ਦੀ ਥਾਂ ਤੇ ਲੁੱਟ ਖਸੁੱਟ ਵੱਲ ਜਿਆਦਾ ਹੈ, ਜਿਸ ਕਾਰਨ ਹਿੰਦੁਸਤਾਨ ਦਾ ਇੱਕ ਨੰਬਰ ਸੂਬਾ ਵਿਕਾਸ ਪੱਖੋਂ ਪੱਛੜ ਕੇ 18ਵੇਂ ਨੰਬਰ ਤੇ ਪਹੁੰਚ ਚੁੱਕਾ ਹੈ।

ਉਹਨਾਂ ਕਿਹਾ ਕਿ ਦਿੱਲੀ ਦੀਆਂ ਪਾਰਟੀਆਂ ਪੰਜਾਬ ਦੇ ਹਿੱਤਾਂ ਦੀ ਰਾਖੀ ਨਹੀਂ ਕਰਦੀਆਂ ਬਲਕਿ ਉਹ ਪੰਜਾਬ ਨੂੰ ਲਗਾਤਾਰ ਲੁੱਟ ਰਹੀਆਂ ਹਨ, ਜਿਸ ਕਾਰਨ ਪੰਜਾਬ ਅੱਜ 4 ਲੱਖ ਕਰੋੜ ਦਾ ਕਰਜਾਈ ਹੋ ਚੁੱਕਾ ਹੈ। ਉਹਨਾਂ ਕਿਹਾ ਕਿ ਅੱਜ ਲੋੜ ਹੈ ਕਿ ਜਨਤਾ ਨੂੰ ਮੁਫਤ ਦੀਆਂ ਸਕੀਮਾਂ ਦੇਣ ਦੀ ਦੀ ਥਾਂ ਪੰਜਾਬ ਦੇ ਲੋਕਾਂ ਨੂੰ ਰੁਜ਼ਗਾਰ ਮੁਹਈਆ ਕਰਵਾਇਆ ਜਾਵੇ। ਪੰਜਾਬੀਆਂ ਦੀ ਸਾਰ ਲਈ ਜਾਵੇ ਅਤੇ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ ਤੇ ਲਿਜਾਣ ਲਈ ਹਰ ਪੱਖੋਂ ਕਦਮ ਚੁੱਕੇ ਜਾਣ।

ਉਹਨਾਂ ਕਿਹਾ ਕਿ ਉਹਨਾਂ ਦਾ ਮਕਸਦ ਚੋਣਾਂ ਲੜਨਾ ਨਹੀਂ ਹੈ ਬਲਕਿ ਪੰਜਾਬ ਦੇ ਇਮਾਨਦਾਰ ਤੇ ਨੇਕ ਲੋਕਾਂ ਨੂੰ ਚੋਣਾਂ ਲੜਾ ਕੇ ਪੰਜਾਬ ਨੂੰ ਇੱਕ ਚੰਗੀ ਸਰਕਾਰ ਦੇਣਾ ਹੈ ਉਹਨਾਂ ਕਿਹਾ ਕਿ ਪੰਜਾਬੀ ਲੋਕ ਰਾਜ ਪਾਰਟੀ 2027 ਦੀਆਂ ਚੋਣਾਂ ਵਿੱਚ ਪੰਜਾਬ ਦੀਆਂ ਸਾਰੀਆਂ ਸੀਟਾਂ ਤੇ ਚੋਣ ਲੜੇਗੀ ਅਤੇ ਮੌਜੂਦਾ ਸਿਆਸੀ ਪਾਰਟੀਆਂ ਨਾਲ ਕਿਸੇ ਤਰ੍ਹਾਂ ਦਾ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਇੱਕ ਸਵਾਲ ਦੇ ਜਵਾਬ ਵਿੱਚ ਉਹਨਾਂ ਕਿਹਾ ਕਿ ਆਉਂਦੀਆਂ 2027 ਦੀਆਂ ਚੋਣਾਂ ਦੌਰਾਨ ਉਹਨਾਂ ਦਾ ਖੁਦ ਲੜਨ ਦਾ ਕੋਈ ਇਰਾਦਾ ਨਹੀਂ ਹੈ, ਪਰ ਜੇਕਰ ਪਾਰਟੀ ਉਹਨਾਂ ਨੂੰ ਦੀ ਡਿਊਟੀ ਲਾਏਗੀ ਤਾਂ ਇਸ ਬਾਰੇ ਵਿਚਾਰ ਵੀ ਹੋ ਸਕਦਾ ਹੈ।

ਇਸ ਮੌਕੇ ਜਸਪ੍ਰੀਤ ਸਿੰਘ ਦਹੀਆ ਨੇ ਕਿਹਾ ਕਿ ਅੱਜ ਪੰਜਾਬ ਨੂੰ ਚਾਰੇ ਪਾਸਿਓਂ ਲੁੱਟਿਆ ਜਾ ਰਿਹਾ ਹੈ। ਪੰਜਾਬ ਵਿੱਚ ਸਾਧਨਾਂ ਦੀ ਕੋਈ ਕਮੀ ਨਹੀਂ ਹੈ ਪਰ ਲੁਟੇਰਿਆਂ ਵੱਲੋਂ ਸਾਰੇ ਪਾਸਿਉਂ ਲਗਾਤਾਰ ਲੁੱਟ ਕੀਤੇ ਜਾਣ ਨਾਲ ਪੰਜਾਬ ਆਰਥਿਕ ਪੱਖੋਂ ਪਛੜ ਰਿਹਾ ਹੈ।

ਇਸ ਮੌਕੇ ਸਰਦਾਰ ਤੇਜਾ ਸਿੰਘ ਸਮੁੰਦਰੀ ਦੇ ਸਭ ਤੋਂ ਵੱਡੇ ਪੁੱਤਰ ਸਾਹਿਬ ਸਿੰਘ ਦੀ ਪਰਿਵਾਰਿਕ ਮੈਂਬਰ ਡਾਕਟਰ ਸਿਮਰਤ ਕੌਰ ਸੰਧੂ ਨੇ ਕਿਹਾ ਕਿ ਪੰਜਾਬ ਦੀਆਂ ਨੂੰ ਅੱਗੇ ਹੋ ਕੇ ਪੰਜਾਬ ਦੇ ਵਿਕਾਸ ਵਿੱਚ ਮੋਹਰੀ ਹੋਣ ਅਤੇ ਪੰਜਾਬ ਨੂੰ ਭ੍ਰਿਸ਼ਟਚਾਰ, ਨਸ਼ਿਆਂ ਅਤੇ ਭਾਈ ਭਤੀਜਾਵਾਦ ਤੋਂ ਛੁਟਕਾਰਾ ਦਿਵਾਉਣ ਲਈ ਕੰਮ ਕਰਨਾ ਚਾਹੀਦਾ ਹੈ ਤਾਂ ਹੀ ਪੰਜਾਬ ਨੂੰ ਬਚਾਇਆ ਜਾ ਸਕਦਾ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਗਤਾਰ ਸਿੰਘ ਭੰਗੂ, ਬ੍ਰਿਗੇਡੀਅਰ ਸੰਜੀਵ ਕੁਮਾਰ, ਤਬਲੀਨ ਜਪਰਾ, ਪਰਮਿੰਦਰ ਸੰਧੂ, ਰਜੀਵ ਜੌੜਾ, ਐਡਵੋਕੇਟ ਬਖਸ਼ਿੰਦਰ ਪਾਲ ਸਿੰਘ, ਹਰਮਿੰਦਰ ਸਿੰਘ ਲਾਲੀ, ਵਰਿੰਦਰ ਸਿੰਘ ਸੰਧੂ, ਗਗਨਦੀਪ ਸਿੰਘ ਬੈਂਸ ਸਮੇਤ ਪੰਜਾਬੀ ਲੋਕ ਰਾਜ ਪਾਰਟੀ ਦੇ ਹੋਰ ਆਗੂ ਮੌਜੂਦ ਸਨ।

Continue Reading

Latest News

Trending