Connect with us

Editorial

ਜਮਹੂਰੀ ਕਦਰਾਂ ਕੀਮਤਾਂ ਅਨੁਸਾਰ ਠੀਕ ਨਹੀਂ ਹੈ ਸਿਆਸੀ ਨੇਤਾਵਾਂ ਦੀ ਬਦਜੁਬਾਨੀ ਅਤੇ ਨਿੱਜੀ ਦੂਸ਼ਣਬਾਜੀ

Published

on

 

ਸਾਡੇ ਦੇਸ਼ ਦੇ ਸੰਵਿਧਾਨ ਤਹਿਤ ਸਾਨੂੰ ਬੋਲਣ ਦੀ ਆਜਾਦੀ ਦਿੱਤੀ ਗਈ ਹੈ, ਪਰ ਭਾਰਤ ਦੀ ਸਿਆਸਤ ਵਿੱਚ ਪਿਛਲੇ ਕੁਝ ਸਮੇਂ ਤੋਂ ਵੇਖਿਆ ਜਾ ਰਿਹਾ ਹੈ ਕਿ ਅਨੇਕਾਂ ਸਿਆਸੀ ਆਗੂ ਬਿਆਨ ਦੇਣ ਵੇਲੇ ਬਦਜੁਬਾਨੀ ਕਰ ਜਾਂਦੇ ਹਨ, ਜਾਂ ਨਿੱਜੀ ਦੂਸ਼ਣਬਾਜੀ ਤੇ ਉਤਰ ਆਉਂਦੇ ਹਨ। ਇਸ ਸੰਬੰਧੀ ਕਾਨੂੰਨੀ ਮਾਹਿਰ ਕਹਿੰਦੇ ਹਨ ਕਿ ਦੇਸ਼ ਦੇ ਸੰਵਿਧਾਨ ਵਿੱਚ ਜੇ ਬੋਲਣ ਦੀ ਆਜਾਦੀ ਦਿਤੀ ਗਈ ਹੈ ਤਾਂ ਇਸਦੀ ਮਰਿਆਦਾ ਦੀ ਉਲੰਘਣਾ ਕਰਨ ਵਾਲੇ ਨੂੰ ਸਜਾ ਦੇਣ ਦੀ ਵਿਵਸਥਾ ਵੀ ਕੀਤੀ ਗਈ ਹੈ। ਇਸਦੇ ਬਾਵਜੂਦ ਵੱਖ ਵੱਖ ਵੱਡੇ ਛੋਟੇ ਸਿਆਸੀ ਨੇਤਾ (ਜਿਹਨਾਂ ਵਿੱਚ ਰਾਸ਼ਟਰੀ ਪੱਧਰ ਤੇ ਸਿਆਸੀ ਆਗੂ ਵੀ ਸ਼ਾਮਿਲ ਹਨ) ਅਕਸਰ ਬਿਆਨ ਬਾਜੀ ਕਰਦੇ ਸਮੇਂ ਇਤਰਾਜਯੋਗ ਸ਼ਬਦਾਵਲੀ ਦੀ ਵਰਤੋਂ ਕਰ ਜਾਂਦੇ ਹਨ। ਹੱਦ ਉਦੋਂ ਹੋ ਜਾਂਦੀ ਹੈ ਕਿ ਜਦੋਂ ਕੁਝ ਖਬਰੀਆ ਚੈਨਲਾਂ ਜਾਂ ਅਖਬਾਰਾਂ ਵਲੋਂ ਸਿਆਸੀ ਆਗੂਆਂ ਵਲੋਂ ਦਿਤੇ ਗਏ ਅਜਿਹੇ ਇਤਰਾਜਯੋਗ ਬਿਆਨਾਂ ਨੂੰ ਚਮਕਾ ਕੇ ਦਿਖਾਇਆ ਜਾਂ ਛਾਪਿਆ ਜਾਂਦਾ ਹੈ।

ਅਕਸਰ ਵੇਖਣ ਵਿੱਚ ਆਉਂਦਾ ਹੈ ਕਿ ਜਦੋਂ ਵੀ ਕੋਈ ਮੰਤਰੀ ਜਾਂ ਸਿਆਸੀ ਆਗੂ ਕੋਈ ਵਿਵਾਦਿਤ ਬਿਆਨ ਦੇ ਦਿੰਦਾ ਹੈ ਤਾਂ ਉਸ ਦੇ ਬਿਆਨ ਤੋਂ ਬਾਅਦ ਵਿਰੋਧ ਹੋਣ ਤੇ ਅਕਸਰ ਉਸ ਪਾਰਟੀ ਦੀ ਸਰਕਾਰ ਜਾਂ ਹਾਈਕਮਾਂਡ ਉਸ ਬਿਆਨ ਨਾਲੋਂ ਇਹ ਕਹਿ ਕੇ ਪੱਲਾ ਝਾੜ ਲਂੈਦੀ ਹੈ ਕਿ ਇਹ ਵਿਚਾਰ ਉਸ ਮੰਤਰੀ ਦੇ ਜਾਂ ਸਿਆਸੀ ਆਗੂ ਦੇ ਨਿੱਜੀ ਵਿਚਾਰ ਹਨ, ਜਿਸ ਨਾਲ ਸਰਕਾਰ ਦਾ ਜਾਂ ਪਾਰਟੀ ਦਾ ਕੋਈ ਸਬੰਧ ਨਹੀਂ ਹੈ।

ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਗਿੱਦੜਬਾਹਾ, ਬਰਨਾਲਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਦੀਆਂ ਜਿਮਨੀ ਚੋਣਾਂ ਦੌਰਾਨ ਵੀ ਕਈ ਸਿਆਸੀ ਆਗੂਆਂ ਦੇ ਇਤਰਾਜਯੋਗ ਬਿਆਨ ਚਰਚਾ ਦਾ ਵਿਸ਼ਾ ਬਣਦੇ ਰਹੇ ਹਨ। ਇਹਨਾਂ ਚੋਣਾਂ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਮਹਿਲਾਵਾਂ ਬਾਰੇ ਦਿੱਤੇ ਬਿਆਨ ਬਾਰੇ ਤਾਂ ਪੰਜਾਬ ਦੇ ਮਹਿਲਾ ਕਮਿਸ਼ਨ ਨੇ ਵੀ ਨੋਟਿਸ ਲਿਆ ਸੀ ਅਤੇ ਇਸ ਬਿਆਨ ਸਬੰਧੀ ਸਾਬਕਾ ਮੁੱਖ ਮੰਤਰੀ ਚੰਨੀ ਨੇ ਮਾਫੀ ਵੀ ਮੰਗੀ ਸੀ। ਇਸ ਤੋਂ ਇਲਾਵਾ ਇਹਨਾਂ ਚੋਣਾਂ ਦੌਰਾਨ ਹੀ ਕੇਂਦਰ ਰਾਜ ਮੰਤਰੀ ਰਵਨੀਤ ਸਿੰਘ ਬਿੱਟੁੂ ਵੱਲੋਂ ਕਾਂਗਰਸ ਦੇ ਸੂਬਾ ਪ੍ਰਧਾਨ (ਅਤੇ ਸਾਂਸਦ) ਰਾਜਾ ਵੜਿੰਗ ਅਤੇ ਉਹਨਾਂ ਦੀ ਪਤਨੀ ਅੰਮ੍ਰਿਤਾ ਵੜਿੰਗ (ਜੋ ਗਿੱਦੜਬਾਹਾ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਹੈ) ਬਾਰੇ ਕੀਤੀ ਗਈ ਬਿਆਨਬਾਜੀ ਵੀ ਚਰਚਾ ਵਿੱਚ ਰਹੀ। ਬਿੱਟੂ ਦੀ ਇਸ ਬਿਆਨਬਾਜੀ ਦਾ ਕਾਂਗਰਸੀ ਉਮੀਦਵਾਰ ਅੰਮ੍ਰਿਤਾ ਵੜਿੰਗ ਵੱਲੋਂ ਮਰਿਆਦਾ ਪੂਰਨ ਸਬਦਾਵਲੀ ਵਿੱਚ ਜਵਾਬ ਵੀ ਦਿਤਾ ਗਿਆ ਅਤੇ ਬਿੱਟੂ ਨੂੰ ਵੀਰ ਜੀ ਕਹਿ ਕੇ ਸੰਬੋਧਨ ਕੀਤਾ ਗਿਆ।

ਕੁਝ ਲੋਕਾਂ ਦਾ ਕਹਿਣਾ ਹੈ ਕਿ ਮੀਡੀਆ ਆਪਣੀ ਮਰਿਆਦਾ ਦੀ ਲਕਸ਼ਣ ਰੇਖਾ ਖਿੱਚ ਦੇਵੇ ਤਾਂ ਵੱਖ ਵੱਖ ਸਿਆਸੀ ਆਗੂਆਂ ਦੇ ਅਜਿਹੇ ਬੇਤੁਕੇ ਬਿਆਨ ਨਾਂ ਤਾਂ ਟੀ ਵੀ ਚੈਨਲਾਂ ਤੇ ਨਜਰ ਆਉਣਗੇ ਤੇ ਨਾ ਅਜਿਹੇ ਬਿਆਨ ਅਖਬਾਰਾਂ ਵਿੱਚ ਛਪਣਗੇ, ਜਿਸ ਕਰਕੇ ਅਜਿਹੇ ਬਿਆਨਾਂ ਵੱਲ ਕਿਸੇ ਦਾ ਧਿਆਨ ਨਹੀਂ ਜਾਵੇਗਾ। ਇਸ ਤੋਂ ਇਲਾਵਾ ਸਿਆਸੀ ਪਾਰਟੀਆਂ ਨੂੰ ਆਪਣੇ ਸਿਆਸੀ ਆਗੂਆਂ ਲਈ ਵੀ ਇਕ ਮਰਿਆਦਾ ਲਾਗੂ ਕਰਨੀ ਚਾਹੀਦੀ ਹੈ ਕਿ ਉਹ ਉਸ ਮਰਿਆਦਾ ਦੀ ਉਲੰਘਣਾ ਕਰਨ ਵਾਲੇ ਬਿਆਨ ਨਾ ਦੇਣ। ਸਿਆਸੀ ਮਾਹਿਰਾਂ ਅਨੁਸਾਰ ਕੁਝ ਸਿਆਸੀ ਆਗੂਆਂ ਵਲੋਂ ਵਿਵਾਦਿਤ, ਭੜਕਾਊ, ਫਿਰਕੂ, ਨਿੱਜੀ ਦੂਸਣਬਾਜੀ ਕਰਨ ਵਾਲੇ ਬਿਆਨ ਦੇਣੇ ਲੋਕਤੰਤਰ ਦੀਆਂ ਕਦਰਾਂ ਕੀਮਤਾਂ ਅਨੁਸਾਰ ਠੀਕ ਨਹੀਂ ਹੈ, ਇਸ ਲਈ ਸਿਆਸੀ ਆਗੂਆਂ ਨੂੰ ਇਕ ਦੂਜੇ ਖਿਲਾਫ ਬਿਆਨਬਾਜੀ ਕਰਨ ਵੇਲੇ ਮਰਿਆਦਾ ਅਤੇ ਨੈਤਿਕਤਾ ਦਾ ਖਿਆਲ ਜਰੂਰ ਰੱਖਣਾ ਚਾਹੀਦਾ ਹੈ।

ਬਿਊਰੋ

Continue Reading

Editorial

ਲਗਾਤਾਰ ਵੱਧਦੇ ਭ੍ਰਿਸ਼ਟਾਚਾਰ ਤੇ ਕਾਬੂ ਕਰਨ ਲਈ ਸਰਕਾਰੀ ਕੰਮਕਾਜ ਦੀ ਜਵਾਬਦੇਹੀ ਤੈਅ ਹੋਵੇ

Published

on

By

 

 

ਪੰਜਾਬ ਦੀ ਸੱਤਾ ਤੇ ਕਾਬਿਜ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਭਾਵੇਂ ਪੰਜਾਬ ਵਿੱਚ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਦੇ ਲੰਬੇ ਚੌੜੇ ਦਾਅਵੇ ਕੀਤੇ ਜਾ ਰਹੇ ਹਨ ਅਤੇ ਇਸ ਦੌਰਾਨ ਵਿਜੀਲੈਂਸ ਵਲੋਂ ਵੀ ਆਏ ਦਿਨ ਕਿਸੇ ਨਾ ਕਿਸੇ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਨੂੰ ਰੰਗੇ ਹੱਥੀ ਰਿਸ਼ਵਤ ਲੈਂਦਿਆਂ ਕਾਬੂ ਵੀ ਕੀਤਾ ਜਾ ਰਿਹਾ ਹੈ ਪਰੰਤੂ ਸਰਕਾਰ ਦੀ ਇਹ ਕਾਰਵਾਈ ਭ੍ਰਿਸ਼ਟਾਚਾਰ ਤੇ ਕਾਬੂ ਕਰਨ ਦੇ ਸਮਰਥ ਨਹੀਂ ਹੈ ਅਤੇ ਵੱਡੀ ਗਿਣਤੀ ਸਰਕਾਰੀ ਦਫਤਰਾਂ ਵਿਚ ਹੁਣੇ ਭ੍ਰਿਸ਼ਟਾਚਾਰ ਦਾ ਪੂਰਾ ਬੋਲਬਾਲਾ ਹੈ।

ਜਮੀਨੀ ਹਾਲਾਤ ਇਹੀ ਹਨ ਕਿ ਆਮ ਲੋਕਾਂ ਨੂੰ ਸਰਕਾਰੀ ਦਫਤਰਾਂ ਵਿੱਚ ਆਪਣੇ ਕੰਮ ਕਰਵਾਉਣ ਲਈ ਹੁਣੇ ਵੀ ਪਹਿਲਾਂ ਵਾਂਗ ਹੀ ਧੱਕੇ ਖਾਣੇ ਪੈਂਦੇ ਹਨ। ਸਰਕਾਰੀ ਦਫਤਰਾਂ ਵਿੱਚ ਤੈਨਾਤ ਅਫਸਰਾਂ ਅਤੇ ਕਲਰਕਾਂ ਦੀ ਗੱਲ ਤਾਂ ਇੱਕ ਪਾਸੇ ਸਰਕਾਰੀ ਦਫਤਰਾਂ ਦੇ ਤਾਂ ਚਪੜਾਸੀ ਅਤੇ ਸਫਾਈ ਸੇਵਕ ਤੱਕ ਆਮ ਲੋਕਾਂ ਦੀ ਅਫਸਰਾਂ ਨਾਲ ਮੁਲਾਕਾਤ ਕਰਵਾਉਣ ਲਈ ਸੇਵਾ ਪਾਣੀ ਮੰਗ ਲੈਂਦੇ ਹਨ। ਇਸੇ ਤਰ੍ਹਾਂ ਸਰਕਾਰੀ ਦਫਤਰਾਂ ਦੇ ਕਲਰਕਾਂ ਤੇ ਬਾਬੂਆਂ ਵਲੋਂ ਅਕਸਰ ਕਿਸੇ ਕੰਮ ਦੀ ਫਾਈਲ ਅੱਗੇ ਤੋਰਨ ਲਈ ਫਾਈਲ ਨੂੰ ਪਹੀਏ ਲਗਾਉਣ ਦੀ ਗੱਲ ਆਖੀ ਜਾਂਦੀ ਹੈ, ਜਿਸਦਾ ਭਾਵ ਸੇਵਾ ਪਾਣੀ ਹੀ ਹੁੰਦਾ ਹੈ।

ਸੂਬਾ ਸਰਕਾਰ ਵਲੋਂ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਵਿੱਚ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਕਮਿਸ਼ਨ ਲਏ ਜਾਣ ਦੀ ਗੱਲ ਆਮ ਚਰਚਾ ਵਿੱਚ ਰਹਿੰਦੀ ਹੈ ਅਤੇ ਗੈਰ ਰਸਮੀ ਗੱਲਬਾਤ ਦੌਰਾਨ ਸਰਕਾਰੀ ਕੰਮ ਕਰਨ ਵਾਲੇ ਠੇਕੇਦਾਰ ਅਕਸਰ ਇਹ ਗੱਲ ਕਹਿੰਦੇ ਹਨ ਕਿ ਜਦੋਂ ਤਕ ਉਹ ਸੰਬੰਧਿਤ ਕਲਰਕ ਜਾਂ ਅਧਿਕਾਰੀ ਨੂੰ ਉਸਦੀ ਕਮਿਸ਼ਨ ਵਲੋਂ ਮੰਗੀ ਜਾਂਦੀ ਰਕਮ ਦੀ ਪੇਸ਼ਗੀ ਅਦਾਇਗੀ ਨਹੀਂ ਕਰਦੇ ਉਹਨਾਂ ਦੇ ਬਿਲ ਪਾਸ ਨਹੀਂ ਕੀਤੇ ਜਾਂਦੇ। ਸਰਕਾਰੀ ਕੰਮ ਕਰਨ ਵਾਲੇ ਇਹ ਠੇਕੇਦਾਰ ਵੱਖ ਵੱਖ ਵਰਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਮਿਸ਼ਨ ਦੇ ਰੂਪ ਵਿੱਚ ਠੇਕੇ ਦੀ ਕੁਲ ਰਕਮ ਦਾ 15 ਤੋਂ 20 ਫੀਸਦੀ ਤਕ ਅਦਾ ਕਰਦੇ ਹਨ ਅਤੇ ਕਮਿਸ਼ਨ ਦੀ ਇਸ ਰਕਮ ਦੇ ਉੱਪਰ ਤਕ ਵੰਡੇ ਜਾਣ ਦੀ ਚਰਚਾ ਵੀ ਆਮ ਹੁੰਦੀ ਹੈ।

ਇਹ ਵੀ ਇੱਕ ਕਾਰਨ ਹੈ ਕਿ ਇਹਨਾਂ ਠੇਕੇਦਾਰਾਂ ਵਲੋਂ ਕਰਵਾਏ ਜਾਣ ਵਾਲੇ ਕੰਮਾਂ ਦੌਰਾਨ ਹਲਕੇ ਪੱਧਰ ਦਾ ਮਟੀਰੀਅਲ ਵਰਤਿਆ ਜਾਂਦਾ ਹੈ। ਆਖਿਰ ਠੇਕੇਦਾਰ ਵੀ ਕੀ ਕਰਨ, ਉਹਨਾਂ ਨੇ ਵੀ ਤਾਂ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਦਿੱਤੇ ਜਾਣ ਵਾਲੇ ਕਮਿਸ਼ਨ ਦੀ ਰਕਮ ਨੂੰ ਵੀ ਵਿਚੋਂ ਹੀ ਪੂਰਾ ਕਰਨਾ ਹੁੰਦਾ ਹੈ ਅਤੇ ਉਸਦੀ ਭਰਪਾਈ ਲਈ ਉਹ ਜਾਂ ਤਾਂ ਘੱਟ ਮਟੀਰੀਅਲ ਨਾਲ ਕੰਮ ਸਾਰਦੇ ਹਨ ਜਾਂ ਫਿਰ ਘਟੀਆ ਮਟੀਰੀਅਲ ਵਰਤ ਕੇ ਕੰਮ ਪੂਰਾ ਕਰ ਦਿੰਦੇ ਹਨ। ਆਮ ਲੋਕ ਅਕਸਰ ਇਹ ਸ਼ਿਕਾਇਤ ਕਰਦੇ ਹਨ ਕਿ ਅਧਿਕਾਰੀ ਕਿਸੇ ਦੀ ਗੱਲ ਨਹੀਂ ਸੁਣਦੇ ਅਤੇ ਉਹਨਾਂ ਦਾ ਆਮ ਲੋਕਾਂ ਪ੍ਰਤੀ ਰਵਈਆ ਕਾਫੀ ਰੁੱਖਾ ਹੁੰਦਾ ਹੈ।

ਇਹ ਗੱਲ ਆਮ ਆਖੀ ਜਾਂਦੀ ਹੈ ਕਿ ਸਰਕਾਰੀ ਅਧਿਕਾਰੀ ਅਤੇ ਕਰਮਚਾਰੀ ਮਰਜੀ ਨਾਲ ਹੀ ਕੰਮ ਕਰਦੇ ਹਨ ਅਤੇ ਸਰਕਾਰ ਦਾ ਅਫਸਰਸ਼ਾਹੀ ਉਪਰ ਕੋਈ ਕਾਬੂ ਨਹੀਂ ਹੈ। ਲੋਕ ਆਮ ਇਲਜਾਮ ਲਗਾਉਂਦੇ ਹਨ ਕਿ ਵੱਡੀ ਗਿਣਤੀ ਅਫਸਰ ਅਤੇ ਮੁਲਾਜਮ ਤਾਂ ਸਮੇਂ ਤੇ ਦਫਤਰ ਤਕ ਨਹੀਂ ਆਉਂਦੇ ਅਤੇ ਜੇ ਆਉਂਦੇ ਵੀ ਹਨ ਤਾਂ ਵੀ ਕਈ ਵਾਰ ਆਪਣੀ ਹਾਜਰੀ ਲਗਾ ਕੇ ਚਲੇ ਜਾਂਦੇ ਹਨ। ਇਸ ਸੰਬੰਧੀ ਉੱਚ ਅਧਿਕਾਰੀਆਂ ਵਲੋਂ ਸਮੇਂ ਸਮੇਂ ਤੇ ਸਰਕਾਰੀ ਦਫਤਰਾਂ ਦੀ ਅਚਨਚੇਤ ਚੈਕਿੰਗ ਦੌਰਾਨ ਜਿਆਦਾਤਰ ਕਰਮਚਾਰੀ ਹਾਜਿਰ ਨਹੀਂ ਮਿਲਦੇ ਹਨ।

ਇਸ ਵੇਲੇ ਹਾਲਾਤ ਇਹ ਹਨ ਕਿ ਪੰਜਾਬ ਦੇ ਲਗਭਗ ਸਾਰੇ ਸਰਕਾਰੀ ਦਫਤਰ ਭ੍ਰਿਸ਼ਟਾਚਾਰ ਦੀ ਮਾਰ ਹੇਠ ਹਨ, ਜਿਸ ਉਪਰ ਕਾਬੂ ਪਾਉਣ ਵਿਚ ਪੰਜਾਬ ਦੀ ਮੌਜੂਦਾ ਸਰਕਾਰ ਨਾਕਾਮ ਸਾਬਿਤ ਹੋ ਰਹੀ ਹੈ। ਇਸ ਸਾਰੇ ਕੁੱਝ ਤੇ ਕਾਬੂ ਕਰਨ ਲਈ ਜਰੂਰੀ ਹੈ ਕਿ ਸਰਕਾਰ ਵਲੋਂ ਆਪਣੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇ ਅਤੇ ਉਹਨਾਂ ਕੋਲ ਪਹੁੰਚਣ ਵਾਲੇ ਹਰ ਛੋਟੇ ਵੱਡੇ ਕੰਮ ਨੂੰ ਸਮਾਬੱਧ ਤਰੀਕੇ ਨਾਲ ਪੂਰਾ ਕਰਨ ਲਈ ਪਾਬੰਦ ਕੀਤਾ ਜਾਵੇ। ਇਸਦੇ ਨਾਲ ਨਾਲ ਸਰਕਾਰ ਵਲੋਂ ਇਸ ਗੱਲ ਦੇ ਵੀ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ ਕਿ ਆਪਣੇ ਕੋਲ ਪਹੁੰਚਣ ਵਾਲੀਆਂ ਫਾਈਲਾਂ ਨੂੰ ਬਿਨਾ ਵਜ੍ਹਾ ਰੋਕ ਕੇ ਰੱਖਣ ਅਤੇ ਸਰਕਾਰੀ ਕੰਮਾਂ ਨੂੰ ਲਮਕਾਉਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਖਿਲਾਫ ਸਖਤ ਕਾਰਵਾਈ ਹੋਵੇ।

ਸਰਕਾਰ ਵਲੋਂ ਆਪਣੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਜਵਾਬਦੇਹੀ ਤੈਅ ਕਰਕੇ ਅਤੇ ਉਹਨਾਂ ਵਿੱਚ ਆਪਣਾ ਕੰਮ ਮਿੱਥੇ ਸਮੇਂ ਤੋਂ ਪੂਰਾ ਨਾ ਕਰਨ ਤੇ ਕੀਤੀ ਜਾਣ ਵਾਲੀ ਸਖਤ ਕਾਰਵਾਈ ਦਾ ਡਰ ਪੈਦਾ ਕਰਕੇ ਸਰਕਾਰੀ ਕੰਮਾਂ ਵਿੱਚ ਹੋਣ ਵਾਲੇ ਭ੍ਰਿਸ਼ਟਾਚਾਰ ਨੂੰ ਕਾਫੀ ਹੱਦ ਤਕ ਕਾਬੂ ਵਿੱਚ ਕੀਤਾ ਜਾ ਸਕਦਾ ਹੈ ਅਤੇ ਸਰਕਾਰ ਵਲੋਂ ਇਸ ਸੰਬੰਧੀ ਲੋੜੀਂਦੇ ਕਦਮ ਚੁੱਕੇ ਜਾਣੇ ਚਾਹੀਦੇ ਹਨ।

Continue Reading

Editorial

ਜਨਤਕ ਥਾਵਾਂ ਤੇ ਹੁੰਦੀ ਸਿਗਰਟਨੋਸ਼ੀ ਤੇ ਕਾਬੂ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਏ ਪ੍ਰਸ਼ਾਸ਼ਨ

Published

on

By

 

ਸਾਡੇ ਸ਼ਹਿਰ ਅਤੇ ਜਿਲ੍ਹੇ ਨੂੰ ਤੰਬਾਕੂ ਦੇ ਧੂਏਂ ਤੋਂ ਰਹਿਤ ਸ਼ਹਿਰ ਅਤੇ ਜਿਲ੍ਹੇ ਦਾ ਦਰਜਾ ਹਾਸਿਲ ਹੈ ਅਤੇ ਪੰਜਾਬ ਸਰਕਾਰ ਵਲੋਂ ਸ਼ਹਿਰ ਅਤੇ ਜਿਲ੍ਹੇ ਕਈ ਸਾਲ ਪਹਿਲਾਂ ਇਹ ਦਰਜਾ ਦਿੱਤੇ ਜਾਣ ਦੇ ਬਾਵਜੂਦ ਸਾਡੇ ਸ਼ਹਿਰ ਅਤੇ ਇਸਦੇ ਆਸ ਪਾਸ ਦੇ ਖੇਤਰ ਵਿੱਚ ਵੱਖੋ ਵੱਖਰੀਆਂ ਥਾਵਾਂ ਤੇ ਖੁੱਲੇਆਮ ਸਿਗਰਟਨੋਸ਼ੀ ਕੀਤੇ ਜਾਣ ਅਤੇ ਨਾਜ਼ਾਇਜ਼ ਕਬਜ਼ੇ ਕਰਕੇ ਤੰਬਾਕੂਨੋਸ਼ੀ ਦਾ ਸਾਮਾਨ ਵੇਚਣ ਦੀ ਕਾਰਵਾਈ ਆਮ ਨਜਰ ਆ ਜਾਂਦੀ ਹੈ। ਇਸ ਸੰਬੰਧੀ ਭਾਵੇਂ ਪ੍ਰਸ਼ਾਸ਼ਨ ਵਲੋਂ ਸ਼ਹਿਰ ਅਤੇ ਇਸਦੇ ਆਸ ਪਾਸ ਦੇ ਖੇਤਰ ਵਿੱਚ ਜਨਤਕ ਥਾਵਾਂ ਤੇ ਖੁੱਲੇਆਮ ਹੁੰਦੀ ਸਿਗਰਟਨੋਸ਼ੀ ਅਤੇ ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਦੇ ਸਾਮਾਨ ਦੀ ਵਿਕਰੀ ਤੇ ਕਾਬੂ ਕਰਨ ਲਈ ਲੋੜੀਂਦੇ ਪ੍ਰਬੰਧ ਕਰਨ ਦੇ ਦਾਅਵੇ ਕੀਤੇ ਜਾਂਦੇ ਹਨ ਪਰੰਤੂ ਜਮੀਨੀ ਹਾਲਾਤ ਇਹ ਹਨ ਕਿ ਸ਼ਹਿਰ ਅਤੇ ਇਸਦੇ ਆਸਪਾਸ ਦੇ ਖੇਤਰ ਵਿੱਚ ਥਾਂ ਥਾਂ ਤੇ ਤੰਬਾਕੂਨੋਸ਼ੀ ਦਾ ਸਾਮਾਨ ਵੇਚਣ ਵਾਲੀਆਂ ਅਨੇਕਾਂ ਫੜੀਆਂ ਲੱਗਦੀਆਂ ਹਨ, ਜਿਹਨਾਂ ਰਾਂਹੀ ਆਮ ਲੋਕਾਂ ਨੂੰ ਜਨਤਕ ਤੌਰ ਤੇ ਸਿਗਰਟ, ਬੀੜੀ, ਜਰਦਾ ਅਤੇ ਤੰਬਾਕੂ ਦਾ ਅਜਿਹਾ ਹੋਰ ਸਾਜੋ ਸਾਮਾਨ ਵੇਚਿਆ ਜਾਂਦਾ ਹੈ।

ਵੱਖ ਵੱਖ ਫੇਜ਼ਾਂ ਦੀਆਂ ਮਾਰਕੀਟਾਂ ਦੀਆਂ ਪਾਰਕਿੰਗਾਂ ਅਤੇ ਸ਼ੋਰੂਮਾਂ ਵਿੱਚ ਪਈਆਂ ਖਾਲੀ ਥਾਵਾਂ ਵਿੱਚ ਆਪਣੇ ਠੀਏ ਬਣਾ ਕੇ ਚਾਹ ਅਤੇ ਹੋਰ ਨਿੱਕ ਸੁੱਕ ਵੇਚਣ ਵਾਲੇ ਅਜਿਹੇ ਕਈ ਦੁਕਾਨਦਾਰ ਹਨ ਜਿਹੜੇ ਤੰਬਾਕੂਨੋਸ਼ੀ ਦੇ ਸਾਮਾਨ ਦੀ ਵਿਕਰੀ ਕਰਦੇ ਹਨ ਅਤੇ ਇਹਨਾਂ ਫੜੀ ਵਾਲਿਆਂ ਦੇ ਆਸ ਪਾਸ ਲੋਕਾਂ ਵਲੋਂ ਜਨਤਕ ਤੌਰ ਤੇ ਕੀਤੀ ਜਾਂਦੀ ਸਿਗਰਟਨੋਸ਼ੀ ਦੀਆਂ ਸ਼ਿਕਾਇਤਾਂ ਵੀ ਆਮ ਹਨ। ਇਸੇ ਤਰ੍ਹਾਂ ਮੁੱਖ ਸੜਕਾਂ ਦੇ ਕਿਨਾਰੇ ਵੀ ਪੇੜਾਂ ਥੱਲੇ ਆਪਣੇ ਝੋਲੇ ਰੱਖ ਕੇ ਤੰਬਾਕੂਨੋਸ਼ੀ ਦਾ ਸਾਮਾਨ ਵੇਚਣ ਵਾਲੇ ਅਜਿਹੇ ਫੜੀਆਂ ਵਾਲੇ ਨਜਰ ਆ ਜਾਂਦੇ ਹਨ, ਪਰੰਤੂ ਸਥਾਨਕ ਪ੍ਰਸ਼ਾਸ਼ਨ ਵਲੋਂ ਇਸ ਪੂਰੇ ਖੇਤਰ ਵਿੱਚ ਅਣਅਧਿਕਾਰਤ ਤਰੀਕੇ ਨਾਲ ਸ਼ਰ੍ਹੇਆਮ ਹੁੰਦੀ ਤੰਬਾਕੂ ਉਤਪਾਦਾਂ ਦੀ ਇਸ ਵਿਕਰੀ ਤੇ ਰੋਕ ਲਗਾਉਣ ਲਈ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ।

ਇਸ ਤਰੀਕੇ ਨਾਲ ਜਨਤਕ ਥਾਵਾਂ ਤੇ ਕੀਤੀ ਜਾਂਦੀ ਤੰਬਾਕੂਨੋਸ਼ੀ ਦੇ ਸਾਮਾਨ ਦੀ ਵਿਕਰੀ ਦੀ ਇਹ ਕਾਰਵਾਈ ਸਜਾਯੋਗ ਅਪਰਾਧ ਦੇ ਦਾਇਰੇ ਵਿੱਚ ਆਉਂਦੀ ਹੈ ਅਤੇ ਇਸ ਸੰਬੰਧੀ ਕੇਂਦਰ ਸਰਕਾਰ ਵਲੋਂ ਦੇਸ਼ ਭਰ ਵਿੱਚ ਕਈ ਸਾਲ ਪਹਿਲਾਂ ਤੋਂ ਹੀ ਤੰਬਾਕੂਨੋਸ਼ੀ ਵਿਰੋਧੀ ਕਾਨੂੰਨ ਲਾਗੂ ਕੀਤਾ ਜਾ ਚੁੱਕਿਆ ਹੈ ਜਿਸਦੇ ਤਹਿਤ ਅਜਿਹਾ ਕਰਨ ਵਾਲੇ ਵਿਅਕਤੀ ਨੂੰ ਜੇਲ੍ਹ ਵੀ ਭੇਜਿਆ ਜਾ ਸਕਦਾ ਹੈ ਪਰੰਤੂ ਇਸਦੇ ਬਾਵਜੂਦ ਸ਼ਹਿਰ ਅਤੇ ਆਸਪਾਸ ਦੇ ਖੇਤਰ ਵਿੱਚ ਇਸ ਕਾਰਵਾਈ ਨੂੰ ਖੁੱਲ੍ਹੇਆਮ ਅੰਜਾਮ ਦਿੱਤਾ ਜਾਂਦਾ ਹੈ ਅਤੇ ਪ੍ਰਸ਼ਾਸ਼ਨ ਵਲੋਂ ਇਸ ਤਰੀਕੇ ਨਾਲ ਕੀਤੀ ਜਾਂਦੀ ਤੰਬਾਕੂਨੋਸ਼ੀ ਦੇ ਸਾਮਾਨ ਦੀ ਵਿਕਰੀ ਦੀ ਕਾਰਵਾਈ ਨੂੰ ਸਖਤੀ ਨਾਲ ਰੋਕਣ ਦੀ ਥਾਂ ਇਸਨੂੰ ਅਕਸਰ ਅਣਦੇਖਿਆ ਕਰ ਦਿੱਤਾ ਜਾਂਦਾ ਹੈ।

ਸਥਾਨਕ ਪ੍ਰਸ਼ਾਸ਼ਨ ਵਲੋਂ ਜਨਤਕ ਥਾਵਾਂ ਤੇ ਹੁੰਦੀ ਤੰਬਾਕੂਨੋਸ਼ੀ ਦੇ ਸਾਮਾਨ ਦੀ ਵਿਕਰੀ ਤੇ ਕਾਬੂ ਕਰਨ ਲਈ ਸਮਰਥ ਕਾਰਵਾਈ ਦੀ ਅਣਹੋਂਦ ਕਾਰਨ ਸਾਡੇ ਸ਼ਹਿਰ ਅਤੇ ਇਸਦੇ ਆਸ ਪਾਸ ਦੇ ਖੇਤਰ ਵਿੱਚ ਇਹ ਸਮੱਸਿਆ ਲਗਾਤਾਰ ਵੱਧ ਰਹੀ ਹੈ। ਇਸ ਸੰਬੰਧੀ ਭਾਵੇਂ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਜਨਤਕ ਥਾਵਾਂ ਤੇ ਗੈਰਕਾਨੂੰਨੀ ਢੰਗ ਨਾਲ ਅੰਜਾਮ ਦਿੱਤੀ ਜਾਣ ਵਾਲੀ ਇਸ ਕਾਰਵਾਈ ਤੇ ਕਾਬੂ ਕਰਨ ਲਈ ਬਾਕਾਇਦਾ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ ਅਤੇ ਇਸ ਕਮੇਟੀ ਵਲੋਂ ਕਦੇ ਕਦਾਰ ਇਸ ਸੰਬੰਧੀ ਕਾਰਵਾਈ ਵੀ ਕੀਤੀ ਜਾਂਦੀ ਹੈ ਪਰੰਤੂ ਪ੍ਰਸ਼ਾਸ਼ਨ ਦੀ ਇਹ ਕਾਰਵਾਈ ਸ਼ਹਿਰ ਵਿੱਚ ਵੱਡੇ ਪੱਧਰ ਤੇ ਕੀਤੀ ਜਾਂਦੀ ਤੰਬਾਕੂਨੋਸ਼ੀ ਦੇ ਸਾਮਾਨ ਦੀ ਅਣਅਧਿਕਾਰਤ ਵਿਕਰੀ ਦੀ ਇਸ ਗੈਰ ਕਾਨੂੰਨੀ ਕਾਰਵਾਈ ਨੂੰ ਕਾਬੂ ਕਰਨ ਦੀ ਸਮਰਥ ਨਹੀਂ ਹੈ ਅਤੇ ਇਸਦਾ ਕੋਈ ਖਾਸ ਅਸਰ ਵੀ ਨਹੀਂ ਦਿਖਦਾ।

ਸ਼ਹਿਰ ਅਤੇ ਜਿਲ੍ਹੇ ਵਿੱਚ ਜਨਤਕ ਥਾਵਾਂ ਤੇ ਕੀਤੀ ਜਾਂਦੀ ਸਿਗਰਟਨੋਸ਼ੀ ਤੇ ਕਾਬੂ ਕਰਨ ਲਈ ਜਰੂਰੀ ਹੈ ਕਿ ਪ੍ਰਸ਼ਾਸ਼ਨ ਵਲੋਂ ਸ਼ਹਿਰ ਅਤੇ ਇਸਦੇ ਆਸ ਪਾਸ ਦੇ ਖੇਤਰ ਵਿੱਚ ਜਨਤਕ ਥਾਵਾਂ ਤੇ ਨਾਜਾਇਜ਼ ਕਬਜ਼ੇ ਕਰਕੇ ਤੰਬਾਕੂਨੋਸ਼ੀ ਦਾ ਸਾਮਾਨ ਵੇਚਣ ਵਾਲੇ ਅਜਿਹੇ ਵਿਅਕਤੀਆਂ ਦੇ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾਵੇ ਅਤੇ ਕਾਨੂੰਨ ਦੀ ਉਲੰਘਣਾ ਕਰਕੇ ਕੀਤੀ ਜਾ ਰਹੀ ਇਸ ਕਾਰਵਾਈ ਤੇ ਸਖਤੀ ਨਾਲ ਰੋਕ ਲਗਾਈ ਜਾਵੇ।

ਜਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਚਾਹੀਦਾ ਹੈ ਕਿ ਉਹ ਖੁਦ ਇਸ ਪਾਸੇ ਧਿਆਨ ਦੇਣ ਅਤੇ ਇਸ ਸੰਬੰਧੀ ਲੋੜੀਂਦੀ ਕਾਰਵਾਈ ਨੂੰ ਯਕੀਨੀ ਬਣਾਉਣ। ਇਸ ਸੰਬੰਧੀ ਸ਼ਹਿਰ ਵਿੱਚ ਵੱਡੇ ਪੱਧਰ ਤੇ ਹੁੰਦੀ ਤੰਬਾਕੂਨੋਸ਼ੀ ਦੇ ਸਾਮਾਨ ਦੀ ਅਣਅਧਿਕਾਰਤ ਵਿਕਰੀ ਅਤੇ ਰੋਕ ਲਗਾਉਣ ਲਈ ਸਮਰਥ ਅਧਿਕਾਰੀਆਂ ਦੀ ਜਿੰਮੇਵਾਰੀ ਤੈਅ ਕੀਤੀ ਜਾਣੀ ਚਾਹੀਦੀ ਹੈ ਅਤੇ ਇਸ ਤਰੀਕੇ ਨਾਲ ਹੁੰਦੀ ਤੰਬਾਕੂਨੋਸ਼ੀ ਦੇ ਸਾਮਾਨ ਦੀ ਵਿਕਰੀ ਤੇ ਸਖਤੀ ਨਾਲ ਰੋਕ ਲੱਗਣੀ ਚਾਹੀਦੀ ਹੈ ਤਾਂ ਜੋ ਇਸ ਸਮੱਸਿਆ ਨੂੰ ਹੱਲ ਕੀਤਾ ਜਾ ਸਕੇ।

Continue Reading

Editorial

ਮਹਿੰਗਾਈ ਵਿੱਚ ਵਾਧੇ ਨੂੰ ਰੋਕਣ ਵਿੱਚ ਨਾਕਾਮ ਹੈ ਸਰਕਾਰ

Published

on

By

 

 

ਜਰੂਰੀ ਖਰਚਿਆਂ ਵਿੱਚ ਵਾਧੇ ਨੇ ਹਿਲਾਇਆ ਲੋਕਾਂ ਦਾ ਘਰੇਲੂ ਬਜਟ

ਪੰਜਾਬ ਸਮੇਤ ਪੂਰੇ ਦੇਸ਼ ਵਿੱਚ ਮਹਿੰਗਾਈ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਇਸ ਕਾਰਨ ਆਮ ਜਨਤਾ ਬੁਰੀ ਤਰ੍ਹਾਂ ਪਰੇਸ਼ਾਨ ਹੈ। ਇਸ ਦੌਰਾਨ ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ਵਲੋਂ ਕੇਂਦਰ ਦੀ ਸੱਤਾ ਤੇ ਕਾਬਜ ਭਾਜਪਾ ਸਰਕਾਰ ਤੇ ਇਹ ਇਲਜਾਮ ਲਗਾਇਆ ਜਾ ਰਿਹਾ ਹੈ ਕਿ ਭਾਜਪਾ ਅਗਵਾਈ ਵਾਲੀ ਸਰਕਾਰ ਮਹਿੰਗਾਈ ਵਿੱਚ ਹੋ ਰਹੇ ਲਗਾਤਾਰ ਵਾਧੇ ਨੂੰ ਰੋਕਣ ਵਿੱਚ ਪੂਰੀ ਤਰ੍ਹਾਂ ਨਾਕਾਮ ਹੋ ਗਈ ਹੈ।

ਕਾਂਗਰਸੀ ਆਗੂ ਕਹਿ ਰਹੇ ਹਨ ਕਿ ਕੇਂਦਰ ਸਰਕਾਰ ਨੇ ਮਹਿੰਗਾਈ ਨੂੰ ਰੋਕਣ ਲਈ ਠੋਸ ਉਪਰਾਲੇ ਤਾਂ ਕੀ ਕਰਨੇ ਸਨ ਅਜੇ ਤਕ ਮਹਿੰਗਾਈ ਵਿੱਚ ਵਾਧੇ ਨੂੰ ਰੋਕਣ ਲਈ ਗੋਹਲੇ ਵਿਚੋਂ ਪੂਣੀ ਵੀ ਨਹੀਂ ਕੱਤੀ, ਜਿਸ ਕਰਕੇ ਮਹਿੰਗਾਈ ਬੇਲਗਾਮ ਹੋ ਰਹੀ ਹੈ।

ਆਮ ਲੋਕਾਂ ਨੂੰ ਆਸ ਸੀ ਕਿ ਕੇਂਦਰ ਸਰਕਾਰ ਬਜਟ ਵਿੱਚ ਕੁਝ ਅਜਿਹੇ ਉਪਾਅ ਜਰੂਰ ਕਰੇਗੀ, ਜਿਸ ਨਾਲ ਭਾਰਤ ਵਿੱਚ ਬੇਲਗਾਮ ਹੋ ਰਹੀ ਮਹਿੰਗਾਈ ਨੂੰ ਕੋਈ ਲਗਾਮ ਪਵੇਗੀ ਪਰ ਕੇਂਦਰ ਸਰਕਾਰ ਵੱਲੋਂ ਬੀਤੇ ਦਿਨੀਂ ਬਜਟ ਪੇਸ਼ ਕਰਨ ਤੋਂ ਬਾਅਦ ਆਮ ਲੋਕਾਂ ਨੂੰ ਕੋਈ ਰਾਹਤ ਮਿਲਦੀ ਦਿਖਾਈ ਨਹੀਂ ਦੇ ਰਹੀ।

ਕੁਝ ਸਿਆਸੀ ਮਾਹਿਰ ਤਾਂ ਕੇਂਦਰ ਸਰਕਾਰ ਦੇ ਇਸ ਬਜਟ ਨੂੰ ਕਾਰਪੋਰੇਟ ਪੱਖੀ ਕਹਿ ਰਹੇ ਹਨ। ਕਾਂਗਰਸ ਅਤੇ ਹੋਰ ਸਿਆਸੀ ਪਾਰਟੀਆਂ ਵੀ ਦੋਸ਼ ਲਗਾ ਰਹੀਆਂ ਹਨ ਕਿ ਕੇਂਦਰ ਦੀ ਮੋਦੀ ਸਰਕਾਰ ਪੂੰਜੀਪਤੀਆਂ ਅਤੇ ਕਾਰਪੋਰੇਟ ਪੱਖੀ ਹੈ, ਜਿਸ ਕਰਕੇ ਇਸ ਦੀਆਂ ਨੀਤੀਆਂ ਸਿਰਫ ਧਨਾਢਾਂ ਤੇ ਧੰਨਾ ਸੇਠਾਂ ਨੂੰ ਲਾਭ ਪਹੁੰਚਾਉਂਦੀਆਂ ਹਨ, ਜਦੋਂਕਿ ਆਮ ਲੋਕ ਮਹਿੰਗਾਈ ਦੀ ਚੱਕੀ ਵਿੱਚ ਪੀਸੇ ਜਾ ਰਹੇ ਹਨ।

ਤਰਾਸਦੀ ਇਹ ਵੀ ਹੈ ਕਿ ਸਰਕਾਰ ਪੱਖੀ ਮੀਡੀਆ ਅਤੇ ਅੰਧ ਭਗਤ ਭਾਰਤ ਵਿੱਚ ਮਹਿੰਗਾਈ ਵਿੱਚ ਹੋ ਰਹੇ ਵਾਧੇ ਬਾਰੇ ਚਿੰਤਾ ਕਰਨ ਦੀ ਥਾਂ ਅਮਰੀਕਾ ਤੇ ਜਾਪਾਨ ਵਰਗੇ ਦੇਸ਼ਾਂ ਵਿੱਚ ਮਹਿੰਗਾਈ ਵਿੱਚ ਹੋ ਰਹੇ ਵਾਧੇ ਦੀ ਮਿਸਾਲ ਦੇ ਕੇ ਕਹਿੰਦੇ ਹਨ ਕਿ ਉਹਨਾਂ ਦੇਸ਼ਾਂ ਵਿੱਚ ਸਮਾਨ ਭਾਰਤ ਨਾਲੋਂ ਵੀ ਮਹਿੰਗਾ ਮਿਲਦਾ ਹੈ। ਇਹਨਾਂ ਅੰਧ ਭਗਤਾਂ ਨੂੰ ਸ਼ਾਇਦ ਇਹ ਪਤਾ ਨਹੀਂ ਕਿ ਉਹਨਾਂ ਦੇਸ਼ਾਂ ਵਿੱਚ ਜੇ ਹਰ ਸਮਾਨ ਮਹਿੰਗਾ ਮਿਲਦਾ ਹੈ ਤਾਂ ਉਥੇ ਡਾਲਰਾਂ ਵਿੱਚ ਹੋਣ ਵਾਲੀ ਕਮਾਈ ਹੋਰ ਵੀ ਵੱਧ ਹੁੰਦੀ ਹੈ। ਇੱਕ ਅਮਰੀਕੀ ਡਾਲਰ ਦੇ ਭਾਰਤ ਵਿੱਚ ਕਿੰਨੇ ਰੁਪਏ ਬਣ ਜਾਂਦੇ ਹਨ, ਇਸ ਦਾ ਆਮ ਲੋਕਾਂ ਨੂੰ ਵੀ ਚੰਗੀ ਤਰ੍ਹਾਂ ਪਤਾ ਹੈ।

ਸਾਡੇ ਦੇਸ਼ ਵਿੱਚ ਤਾਂ ਹਾਲਾਤ ਇਹ ਹਨ ਕਿ ਮਹਿੰਗਾਈ ਵਿੱਚ ਵਾਧੇ ਕਾਰਨ ਲੋਕ ਜਰੂਰੀ ਸਮਾਨ ਵੀ ਪੂਰਾ ਨਹੀਂ ਖਰੀਦ ਪਾ ਰਹੇ ਹਨ। ਹਾਲਾਂਕਿ ਅੱਜ ਕੱਲ ਸਬਜੀਆਂ ਦੀ ਕੀਮਤ ਵਿੱਚ ਕੁਝ ਕਮੀ ਆਉਣ ਨਾਲ ਆਮ ਲੋਕਾਂ ਨੂੰ ਥੋੜ੍ਹੀ ਰਾਹਤ ਜਰੂਰ ਮਿਲੀ ਹੈ ਪਰ ਅੱਜ ਹਫਤੇ ਦੀ ਸ਼ੁਰੂਆਤ ਵਿੱਚ ਹੀ ਫਲਾਂ ਦੇ ਭਾਅ ਵਿੱਚ ਤੇਜੀ ਵੇਖੀ ਗਈ ਹੈ।

ਹੋਰ ਤਾਂ ਹੋਰ ਆਮ ਲੋਕਾਂ ਦੀ ਸਵਾਰੀ ਮੰਨਿਆ ਜਾਂਦਾ ਸਾਈਕਲ ਵੀ ਏਨਾ ਮਹਿੰਗਾ ਹੋ ਗਿਆ ਹੈ ਕਿ ਇਹ ਆਮ ਲੋਕਾਂ ਦੀ ਪਹੁੰਚ ਤੋਂ ਦੂਰ ਹੁੰਦਾ ਜਾ ਰਿਹਾ ਹੈ। ਵਾਹਨ ਅਤੇ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਪਹਿਲਾਂ ਹੀ ਜ਼ਿਆਦਾ ਹੋਣ ਕਾਰਨ ਵੱਡੀ ਗਿਣਤੀ ਲੋਕ ਸਾਈਕਲ ਚਲਾਉਣ ਨੂੰ ਤਰਜੀਹ ਦੇਣ ਲੱਗੇ ਹਨ ਪਰ ਸਾਈਕਲ ਬਹੁਤ ਜਿਆਦਾ ਮਹਿੰਗੇ ਹੋਣ ਕਾਰਨ ਕਈ ਲੋਕ ਸਾਈਕਲ ਵੀ ਕਿਸ਼ਤਾਂ ਤੇ ਲੈ ਰਹੇ ਹਨ। ਇਹੋ ਜਿਹਾ ਹਾਲ ਹੀ ਹੋਰ ਸਮਾਨ ਦਾ ਹੋ ਗਿਆ ਹੈ ਅਤੇ ਹਰ ਸਮਾਨ ਦੀ ਕੀਮਤ ਵਿੱਚ ਪਿਛਲੇ ਦਿਨਾਂ ਦੌਰਾਨ ਕਾਫ਼ੀ ਵਾਧਾ ਹੋ ਗਿਆ ਹੈ।

ਇੱਕ ਪਾਸੇ ਆਮ ਲੋਕਾਂ ਦੀ ਆਮਦਨੀ ਘੱਟ ਰਹੀ ਹੈ, ਜਾਂ ਪਹਿਲਾਂ ਜਿੰਨੀ ਹੀ ਹੈ ਪਰ ਮਹਿੰਗਾਈ ਵਿੱਚ ਵਾਧੇ ਕਾਰਨ ਉਹਨਾਂ ਦੇ ਖਰਚੇ ਵੱਧ ਰਹੇ ਹਨ, ਜਿਸ ਕਾਰਨ ਲੋਕਾਂ ਦਾ ਘਰੇਲੂ ਬਜਟ ਬੁਰੀ ਤਰ੍ਹਾਂ ਗੜਬੜਾ ਗਿਆ ਹੈ। ਸਰਕਾਰ ਦੀ ਇਹ ਜਿੰਮੇਵਾਰੀ ਬਣਦੀ ਹੈ ਕਿ ਉਹ ਮਹਿੰਗਾਈ ਵਿੱਚ ਹੁੰਦੇ ਲਗਾਤਾਰ ਵਾਧੇ ਤੇ ਕਾਬੂ ਕਰਨ ਲਈ ਲੋੜੀਂਦੇ ਕਦਮ ਚੁੱਕੇ ਅਤੇ ਇਸ ਸੰਬੰਧੀ ਤੁਰੰਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਆਮ ਲੋਕਾਂ ਨੂੰ ਥੋੜ੍ਹੀ ਰਾਹਤ ਮਿਲੇ।

ਬਿਊਰੋ

Continue Reading

Trending