Connect with us

Editorial

ਭਾਰਤੀ ਜਨਤਾ ਪਾਰਟੀ ਲਈ ਸੌਖਾ ਨਹੀਂ ਹੈ ਪੰਜਾਬ ਜਿੱਤਣਾ

Published

on

 

ਭਾਰਤੀ ਜਨਤਾ ਪਾਰਟੀ ਵਲੋਂ ਦੇਸ਼ ਦੇ ਹੋਰਨਾਂ ਰਾਜਾਂ ਵਾਂਗ ਪੰਜਾਬ ਵਿੱਚ ਆਪਣੀ ਸਥਿਤੀ ਮਜਬੂਤ ਕਰਨ ਦੇ ਯਤਨ ਕੀਤੇ ਜਾ ਰਹੇ ਹਨ ਪਰ ਉਸ ਨੂੰ ਹੁਣ ਤਕ ਇਸ ਵਿੱਚ ਸਫਲਤਾ ਨਹੀਂ ਮਿਲੀ ਹੈ।

ਇਸ ਸਮੇਂ ਪੰਜਾਬ ਵਿੱਚ ਭਾਜਪਾ ਦਾ ਜੋ ਆਧਾਰ ਹੈ, ਉਹ ਸਭ ਨੂੰ ਪਤਾ ਹੈ। ਪਿਛਲੇ ਦਿਨੀਂ ਹੋਈਆਂ ਚਾਰ ਜ਼ਿਮਨੀ ਚੋਣਾਂ ਵਿੱਚ ਭਾਜਪਾ ਦੀ ਹਾਰ ਹੋਈ ਹੈ। ਬਰਨਾਲਾ ਤੋਂ ਭਾਜਪਾ ਬਰਨਾਲਾ ਤੋਂ ਉਮੀਦਵਾਰ ਕੇਵਲ ਸਿੰਘ ਢਿੱਲੋਂ ਤੀਜੇ ਨੰਬਰ ਤੇ ਰਹਿ ਕੇ ਆਪਣੀ ਜ਼ਮਾਨਤ ਬਚਾਉਣ ਵਿੱਚ ਸਫ਼ਲ ਹੋਏ ਹਨ, ਪਰ ਗਿੱਦੜਬਾਹਾ ਤੋਂ ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ, ਚੱਬੇਵਾਲ ਤੋਂ ਸਾਬਕਾ ਮੰਤਰੀ ਸੋਹਣ ਸਿੰਘ ਠੰਡਲ ਅਤੇ ਡੇਰਾ ਬਾਬਾ ਨਾਨਕ ਤੋਂ ਅਕਾਲੀ ਦਲ ਦੇ ਸਾਬਕਾ ਟਕਸਾਲੀ ਆਗੂ ਰਵੀਕਰਨ ਸਿੰਘ ਕਾਹਲੋਂ ਦੀ ਜ਼ਮਾਨਤ ਜ਼ਬਤ ਹੋ ਗਈ ਹੈ।

ਭਾਜਪਾ ਵਲੋਂ ਇਹਨਾਂ ਚੋਣਾਂ ਵਿੱਚ ਚਾਰੇ ਹਲਕਿਆਂ ਤੋਂ ਸਿੱਖ ਉਮੀਦਵਾਰ ਖੜੇ ਕਰਕੇ ਸਿੱਖ ਪੱਤਾ ਵੀ ਖੇਡਿਆ ਗਿਆ ਸੀ ਜੋ ਕਿ ਸਫਲ ਨਹੀਂ ਹੋਇਆ। ਇਸ ਤੋਂ ਇਲਾਵਾ ਭਾਜਪਾ ਵੱਲੋਂ ਹੋਰਨਾਂ ਸਿਆਸੀ ਪਾਰਟੀਆਂ ਦੇ ਸਿੱਖ ਆਗੂਆਂ ਨੂੰ ਭਾਜਪਾ ਵਿੱਚ ਸ਼ਾਮਲ ਕੀਤਾ ਜਾ ਚੁੱਕਿਆ ਹੈ ਪਰ ਇਹ ਸਿੱਖ ਆਗੂ ਵੀ ਪੰਜਾਬ ਵਿੱਚ ਭਾਜਪਾ ਦਾ ਆਧਾਰ ਨਹੀਂ ਵਧਾ ਸਕੇ, ਜਿਸ ਕਰਕੇ ਜ਼ਿਮਨੀ ਚੋਣਾਂ ਵਿੱਚ ਭਾਜਪਾ ਮਾਤ ਖਾ ਗਈ ਹੈ।

ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਵੀ ਚੋਣਾਂ ਦੌਰਾਨ ਭਾਜਪਾ ਆਗੂਆਂ ਤੇ ਉਮੀਦਵਾਰਾਂ ਦਾ ਵਿਰੋਧ ਕੀਤਾ ਜਾਂਦਾ ਹੈ, ਜਿਸ ਕਾਰਨ ਭਾਜਪਾ ਉਮੀਦਵਾਰਾਂ ਦੀ ਸਥਿਤੀ ਕਮਜੋਰ ਹੋ ਜਾਂਦੀ ਹੈ। ਸ਼ਾਇਦ ਇਹੀ ਕਾਰਨ ਹੈ ਕਿ ਲੰਘੇ ਦਿਨਾਂ ਦੌਰਾਨ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਸਾਫ ਸ਼ਬਦਾਂ ਵਿੱਚ ਕਹਿ ਦਿੱਤਾ ਸੀ ਕਿ ਜਿੰਨੀ ਦੇਰ ਤਕ ਕੇਂਦਰ ਸਰਕਾਰ ਪੰਜਾਬ ਪੱਖੀ ਨਹੀਂ ਹੁੰਦੀ ਜਾਂ ਕਿਸਾਨਾਂ ਦੀਆਂ ਦਿੱਕਤਾਂ ਤੇ ਮੁਸੀਬਤਾਂ ਦਾ ਹੱਲ ਨਹੀਂ ਹੁੰਦਾ ਓਨੀ ਦੇਰ ਤੱਕ ਬੀਜੇਪੀ ਦੇ ਪੰਜਾਬ ਵਿੱਚ ਪੈਰ ਲੱਗਣੇ ਸੰਭਵ ਹੀ ਨਹੀਂ ਹਨ। ਉਹਨਾਂ ਕਿਹਾ ਕਿ ਮੇਰੇ ਲਈ ਕਿਸਾਨ ਪਹਿਲ ਦੇ ਆਧਾਰ ਤੇ ਹਨ। ਕੀ ਭਾਜਪਾ ਦਾ ਹੋਰ ਵੀ ਕੋਈ ਆਗੂ ਇਹ ਜੁਬਾਨ ਬੋਲੇਗਾ?

ਭਾਜਪਾ ਦੇ ਕਈ ਆਗੂ ਅਜਿਹੇ ਹਨ ਜਿਹੜੇ ਕਈ ਵਾਰ ਅਜਿਹੇ ਬਿਆਨ ਦਿੰਦੇ ਹਨ, ਜਿਸ ਕਾਰਨ ਕਿਸਾਨ ਜਥੇਬੰਦੀਆਂ ਦੇ ਆਗੂ ਭੜਕ ਜਾਂਦੇ ਹਨ। ਪੰਜਾਬ ਦੇ ਕਿਸਾਨ ਆਪਣੀਆਂ ਮੰਗਾਂ ਦੇ ਹੱਲ ਲਈ ਦਿੱਲੀ ਜਾਣਾ ਚਾਹੁੰਦੇ ਹਨ ਪਰ ਹਰਿਆਣਾ ਦੀ ਭਾਜਪਾ ਸਰਕਾਰ ਨੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਸ਼ੰਭੂ ਬਾਰਡਰ ਨੂੰ ਹੀ ਪੱਕੇ ਤੌਰ ਤੇ ਬੰਦ ਕੀਤਾ ਹੋਇਆ ਹੈ, ਜਿਸ ਕਾਰਨ ਕਿਸਾਨ ਭਾਜਪਾ ਦੇ ਵਿਰੁਧ ਹੋ ਗਏ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜੇ ਭਾਜਪਾ ਉਹਨਾਂ ਨੂੰ ਦਿੱਲੀ ਨਹੀਂ ਜਾਣ ਦੇਵੇਗੀ ਤਾਂ ਉਹ ਭਾਜਪਾ ਨੂੰ ਪਿੰਡਾਂ ਵਿੱਚ ਨਹੀਂ ਆਉਣ ਦੇਣਗੇ। ਇਸ ਤਰ੍ਹਾਂ ਦੀ ਸਥਿਤੀ ਕਾਰਨ ਭਾਜਪਾ ਲਈ ਮੁਸ਼ਕਿਲਾਂ ਵੱਧਦੀਆਂ ਜਾ ਰਹੀਆਂ ਹਨ।

ਭਾਜਪਾ ਨੂੰ ਭਾਵੇਂ ਸਭ ਤੋਂ ਅਨੁਸ਼ਾਸਨ ਵਾਲੀ ਸਿਆਸੀ ਪਾਰਟੀ ਸਮਝਿਆ ਜਾਂਦਾ ਹੈ, ਪਰ ਇਹ ਪਾਰਟੀ ਵੀ ਅੰਦਰੂਨੀ ਫੁੱਟ ਦਾ ਸ਼ਿਕਾਰ ਹੈ। ਜ਼ਿਮਨੀ ਚੋਣਾਂ ਦੌਰਾਨ ਭਾਜਪਾ ਉਮੀਦਵਾਰਾਂ ਦੀ ਹਾਰ ਦਾ ਇੱਕ ਕਾਰਨ ਭਾਜਪਾ ਦੀ ਅੰਦਰੂਨੀ ਫੁੱਟ ਵੀ ਮੰਨਿਆ ਜਾ ਰਿਹਾ ਹੈ। ਭਾਜਪਾ ਵੱਲੋਂ ਜਿਸ ਤਰੀਕੇ ਨਾਲ ਦੂਸਰੀਆਂ ਪਾਰਟੀਆਂ ਦੇ ਨੇਤਾਵਾਂ ਨੂੰ ਭਾਜਪਾ ਵਿੱਚ ਸ਼ਾਮਲ ਕਰਕੇ ਅਹਿਮ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ ਹਨ, ਉਸ ਨਾਲ ਭਾਜਪਾ ਦੇ ਟਕਸਾਲੀ ਆਗੂ ਤੇ ਵਰਕਰ ਨਿਰਾਸ਼ ਹਨ, ਜੋ ਕਿ ਖੁੱਲ੍ਹ ਕੇ ਤਾਂ ਕੁਝ ਨਹੀਂ ਕਹਿੰਦੇ ਪਰ ਅੰਦਰੋਂ ਅੰਦਰੀ ਭਾਜਪਾ ਉਮੀਦਵਾਰਾਂ ਦਾ ਵਿਰੋਧ ਕਰਕੇ ਆਪਣਾ ਰੋਸ ਜਤਾ ਜਾਂਦੇ ਹਨ।

ਜੇ ਜ਼ਿਮਨੀ ਚੋਣਾਂ ਦੌਰਾਨ ਭਾਜਪਾ ਉਮੀਦਵਾਰਾਂ ਦੀ ਕਾਰਗੁਜਾਰੀ ਦੀ ਗੱਲ ਕੀਤੀ ਜਾਵੇ ਤਾਂ ਇਹਨਾਂ ਉਮੀਦਵਾਰਾਂ ਦੀ ਕਾਰਗੁਜਾਰੀ ਢਿੱਲੀ ਰਹੀ ਹੈ। ਮਨਪ੍ਰੀਤ ਸਿੰਘ ਬਾਦਲ ਨੇ ਆਪਣੇ ਸਿਆਸੀ ਸਫਰ ਦੀ ਸ਼ੁਰੂਆਤ ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਜੋਂ ਕੀਤੀ ਸੀ। ਉਹ ਅਕਾਲੀ-ਭਾਜਪਾ ਗੱਠਜੋੜ ਅਤੇ ਕਾਂਗਰਸ ਦੀ ਸਰਕਾਰ ਸਮੇਂ ਖਜ਼ਾਨਾ ਮੰਤਰੀ ਰਹਿ ਚੁੱਕੇ ਹਨ। ਉਹ 1997, 2002 ਅਤੇ 2007 ਵਿੱਚ ਗਿੱਦੜਬਾਹਾ ਤੋਂ ਵਿਧਾਇਕ ਰਹੇ ਹਨ। ਇਸ ਦੇ ਬਾਵਜੂਦ ਉਹ ਗਿੱਦੜਬਾਹਾ ਤੋਂ ਬੁਰੀ ਤਰ੍ਹਾਂ ਹਾਰ ਗਏ। ਬਾਦਲ ਪਰਿਵਾਰ ਨਾਲ ਸਬੰਧਿਤ ਹੋਣ ਦੇ ਬਾਵਜੂਦ ਮਨਪ੍ਰੀਤ ਬਾਦਲ ਦਾ ਚੋਣ ਹਾਰ ਜਾਣਾ ਵੱਡੀ ਅਹਿਮੀਅਤ ਰੱਖਦਾ ਹੈ। ਮਨਪ੍ਰੀਤ ਬਾਦਲ ਬਹੁਤ ਸਮੇਂ ਤੋਂ ਜ਼ਿਮਨੀ ਚੋਣਾਂ ਲਈ ਸਰਗਰਮੀਆਂ ਕਰ ਰਹੇ ਸਨ, ਇਸ ਦੇ ਬਾਵਜੂਦ ਉਹਨਾਂ ਨੂੰ ਜਿੱਤ ਨਹੀਂ ਮਿਲੀ।

ਇਸੇ ਤਰ੍ਹਾਂ ਭਾਜਪਾ ਵੱਲੋਂ ਡੇਰਾ ਬਾਬਾ ਨਾਨਕ ਤੋਂ ਉਮੀਦਵਾਰ ਰਵੀਕਰਨ ਸਿੰਘ ਕਾਹਲੋਂ ਅਕਾਲੀ ਨੇਤਾ ਨਿਰਮਲ ਸਿੰਘ ਕਾਹਲੋਂ ਦੇ ਪੁੱਤਰ ਹਨ। ਸਿਆਸਤ ਵਿਰਾਸਤ ਵਿੱਚ ਮਿਲਣ ਦੇ ਬਾਵਜੂਦ ਉਹ ਵੀ ਚੋਣ ਹਾਰ ਗਏ। ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਕੇਵਲ ਸਿੰਘ ਢਿੱਲੋਂ 2007 ਤੇ 2012 ਵਿੱਚ ਦੋ ਵਾਰ ਬਰਨਾਲਾ ਤੋਂ ਵਿਧਾਇਕ ਰਹਿਣ ਦੇ ਬਾਵਜੂਦ ਇਸ ਜ਼ਿਮਨੀ ਚੋਣ ਵਿੱਚ ਤੀਜੇ ਨੰਬਰ ਤੇ ਰਹੇ ਹਨ। ਕੇਵਲ ਸਿੰਘ ਢਿੱਲੋਂ ਬਰਨਾਲਾ ਦੇ ਹੀ ਵਸਨੀਕ ਹਨ, ਜਿਸ ਕਰਕੇ ਉਹਨਾਂ ਨੂੰ ਬਾਹਰਲਾ ਉਮੀਦਵਾਰ ਨਹੀਂ ਮੰਨਿਆ ਜਾਂਦਾ। ਬਰਨਾਲਾ ਵਿੱਚ ਉਹਨਾਂ ਦਾ ਆਪਣਾ ਨਿਜੀ ਆਧਾਰ ਵੀ ਦਸਿਆ ਜਾਂਦਾ ਹੈ। ਇਸ ਦੇ ਬਾਵਜੂਦ ਉਹਨਾਂ ਵੱਲੋਂ ਬਰਨਾਲਾ ਜ਼ਿਮਨੀ ਚੋਣ ਹਾਰ ਜਾਣਾ ਮਾਇਨੇ ਰੱਖਦਾ ਹੈ। ਅਸਲ ਵਿੱਚ ਜ਼ਿਮਨੀ ਚੋਣਾਂ ਦੌਰਾਨ ਚਾਰੇ ਭਾਜਪਾ ਉਮੀਦਵਾਰ ਵੋਟਰਾਂ ਨੂੰ ਆਪਣੇ ਨਾਲ ਜੋੜਨ ਵਿੱਚ ਨਾਕਾਮ ਰਹੇ, ਜਿਸ ਕਰਕੇ ਉਹਨਾਂ ਦੀ ਹਾਰ ਹੋਈ। ਕੁਝ ਇਹੋ ਜਿਹਾ ਹਾਲ ਹੀ ਪੰਜਾਬ ਦੇ ਹੋਰਨਾਂ ਹਲਕਿਆਂ ਦਾ ਹੈ।

ਭਾਜਪਾ ਭਾਵੇਂ ਬਹੁਤ ਲੰਬੇ ਸਮੇਂ ਤੋਂ ਪੰਜਾਬ ਵਿੱਚ ਆਪਣੇ ਪੈਰ ਮਜ਼ਬੂਤ ਕਰਨਾ ਚਾਹੁੰਦੀ ਹੈ ਪਰ ਇਸ ਵਿੱਚ ਭਾਜਪਾ ਨੂੰ ਸਫਲਤਾ ਨਹੀਂ ਮਿਲੀ। ਹੁਣ ਜ਼ਿਮਨੀ ਚੋਣਾਂ ਵਿੱਚ ਮਿਲੀ ਹਾਰ ਤੋਂ ਬਾਅਦ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਨੂੰ ਆਤਮ ਮੰਥਨ ਕਰਨਾ ਚਾਹੀਦਾ ਹੈ ਅਤੇ ਉਹਨਾਂ ਕਾਰਨਾਂ ਦਾ ਪਤਾ ਲਗਾਉਣਾ ਚਾਹੀਦਾ ਹੈ ਜਿਹਨਾਂ ਕਾਰਨ ਭਾਜਪਾ ਨੂੰ ਪੰਜਾਬ ਵਿੱਚ ਉਸਦੀ ਇੱਛਾ ਮੁਤਾਬਿਕ ਸਫਲਤਾ ਨਹੀਂ ਮਿਲੀ। ਭਾਜਪਾ ਦੇਸ਼ ਦੇ ਹੋਰਨਾਂ ਰਾਜਾਂ ਵਾਂਗ ਪੰਜਾਬ ਨੂੰ ਵੀ ਜਿੱਤਣਾ ਚਾਹੁੰਦੀ ਹੈ ਪਰ ਇਸ ਲਈ ਭਾਜਪਾ ਨੂੰ ਪਹਿਲਾਂ ਪੰਜਾਬੀਆਂ ਦੇ ਦਿਲਾਂ ਨੂੰ ਜਿੱਤਣਾ ਪਵੇਗਾ।

ਭਗਵੰਤ ਸਿੰਘ ਬੇਦੀ

Continue Reading

Editorial

ਆਮ ਲੋਕਾਂ ਦੀ ਸੁਰਖਿਅਤ ਜਨਤਕ ਆਵਾਜਾਈ ਲਈ ਸਿਟੀ ਬਸ ਸਰਵਿਸ ਸ਼ੁਰੂ ਕਰੇ ਨਗਰ ਨਿਗਮ

Published

on

By

 

ਸਾਡੇ ਸ਼ਹਿਰ ਦੀ ਉਸਾਰੀ ਦੇ ਮੁੱਢਲੇ ਪੜਾਅ ਤੋਂ ਲੈ ਕੇ ਹੁਣ ਤਕ ਦੇ ਸਮੇਂ ਦੌਰਾਨ ਸਾਡੇ ਸ਼ਹਿਰ ਦਾ ਬਹੁਤ ਜਿਆਦਾ ਵਿਕਾਸ (ਅਤੇ ਪਸਾਰ) ਹੋਇਆ ਹੈ ਅਤੇ ਵਿਕਾਸ ਦੇ ਇਸ ਦੌਰ ਵਿੱਚ ਸਾਢੇ ਚਾਰ ਦਹਾਕੇ ਪਹਿਲਾਂ ਇੱਕ ਛੋਟੇ ਜਿਹੇ ਖੇਤਰ ਤੋਂ ਉਸਾਰੀ ਦੀ ਸ਼ੁਰੂਆਤ ਕਰਨ ਵਾਲਾ ਸਾਡਾ ਸ਼ਹਿਰ ਨਾ ਸਿਰਫ ਬੇਤਹਾਸ਼ਾ ਫੈਲ ਗਿਆ ਹੈ ਬਲਕਿ ਇੱਥੇ ਆਬਾਦੀ ਵੀ ਬਹੁਤ ਜਿਆਦਾ ਵਧ ਗਈ ਹੈ। ਪਰੰਤੂ ਸਾਡੀ ਸਰਕਾਰ ਅਤੇ ਸਥਾਨਕ ਪ੍ਰਸ਼ਾਸ਼ਨ ਸ਼ਹਿਰ ਦੇ ਵਾਧੇ ਦੀ ਇਸ ਰਫਤਾਰ ਦੇ ਅਨੁਸਾਰ ਸ਼ਹਿਰਵਾਸੀਆਂ ਨੂੰ ਲੋੜੀਂਦੀਆਂ ਬੁਨਿਆਦੀ ਸੁਵਿਧਾਵਾਂ ਮੁਹਈਆ ਕਰਵਾਉਣ ਵਿੱਚ ਬੁਰੀ ਤਰ੍ਹਾਂ ਪਿਛੜਿਆ ਨਜਰ ਆਉਂਦਾ ਹੈ। ਕਿਸੇ ਵੀ ਸ਼ਹਿਰ ਦੀ ਸਭਤੋਂ ਵੱਡੀ ਲੋੜ ਉੱਥੋਂ ਦੇ ਵਸਨੀਕਾਂ ਨੂੰ ਸੁਰਖਿਅਤ ਆਵਾਜਾਈ ਦਾ ਜਨਤਕ ਪ੍ਰਬੰਧ ਹੁੰਦਾ ਹੈ ਪਰੰਤੂ ਸ਼ਹਿਰ ਦੇ ਵਿਕਾਸ ਦੇ ਸਾਰੇ ਪੜਾਆਂ ਦੌਰਾਨ ਪੰਜਾਬ ਸਰਕਾਰ ਵਲੋਂ ਆਮ ਲੋਕਾਂ ਨੂੰ ਸ਼ਹਿਰ ਦੀ ਇੱਕ ਥਾਂ ਤੋਂ ਦੂਜੀ ਥਾਂ ਤਕ ਆਉਣ ਜਾਣ ਵਾਸਤੇ ਸ਼ਹਿਰ ਵਾਸੀਆਂ ਨੂੰ ਜਨਤਕ ਆਵਾਜਾਈ ਦੀ ਕੋਈ ਸਹੂਲੀਅਤ ਮੁਹਈਆ ਨਹੀਂ ਕਰਵਾਈ ਗਈ ਹੈ ਅਤੇ ਪਿਛਲੇ ਸਾਲਾਂ ਦੌਰਾਨ ਸ਼ਹਿਰ ਦੇ ਲਗਾਤਾਰ ਹੁੰਦੇ ਪਸਾਰ ਨਾਲ ਇਹ ਸਮੱਸਿਆ ਲਗਾਤਾਰ ਵੱਧਦੀ ਰਹੀ ਹੈ।

ਇਹ ਗੱਲ ਹੋਰ ਹੈ ਕਿ ਪੰਜਾਬ ਸਰਕਾਰ ਦੇ ਦਾਅਵਿਆਂ ਵਿੱਚ ਸਾਡੇ ਸ਼ਹਿਰ ਨੂੰ ਇੱਕ ਅਤਿ ਆਧੁਨਿਕ ਸ਼ਹਿਰ ਦਾ ਦਰਜ਼ਾ ਹਾਸਿਲ ਹੈ ਅਤੇ ਸਰਕਾਰ ਵਲੋਂ ਸਾਡੇ ਸ਼ਹਿਰ ਦੇ ਵਸਨੀਕਾਂ ਨੂੰ ਵਿਸ਼ਵਪੱਧਰੀ ਨਾਗਰਿਕ ਸਹੂਲਤਾਂ ਮੁਹਈਆ ਕਰਵਾਉਣ ਦੀ ਗੱਲ ਵੀ ਪ੍ਰਚਾਰੀ ਜਾਂਦੀ ਹੈ ਪਰੰਤੂ ਸ਼ਹਿਰ ਵਾਸੀਆਂ ਨੂੰ ਇਹਨਾਂ ਸਹੂਲਤਾਂ ਦੇ ਨਾਮ ਤੇ ਸਿਰਫ ਫੋਕੇ ਦਾਅਵੇ ਅਤੇ ਵਾਇਦੇ ਹੀ ਹਾਸਿਲ ਹੁੰਦੇ ਆਏ ਹਨ। ਸਰਕਾਰ ਵਲੋਂ ਕੀਤੇ ਜਾਂਦੇ ਦਾਅਵੇ ਭਾਵੇਂ ਕੁੱਝ ਵੀ ਹੋਣ ਪਰੰਤੂ ਅਸਲੀਅਤ ਇਹੀ ਹੈ ਕਿ ਸਰਕਾਰ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਤਕ ਮੁਹਈਆ ਨਹੀਂ ਕਰਵਾ ਪਾਈ ਹੈ।

ਸ਼ਹਿਰ ਵਿੱਚ ਸਰਕਾਰੀ ਪੱਧਰ ਤੇ ਜਨਤਕ ਆਵਾਜਾਈ ਦੇ ਨਾਮ ਤੇ ਸੀ ਟੀ ਯੂ. ਦੀਆਂ ਕੁੱਝ ਬਸਾਂ ਜਰੂਰ ਚਲਦੀਆਂ ਹਨ ਪਰੰਤੂ ਉਹ ਸ਼ਹਿਰ ਵਾਸੀਆਂ ਦੀ ਲੋੜ ਅਨੁਸਾਰ ਪੂਰੀਆਂ ਨਹੀਂ ਪੈਂਦੀਆਂ। ਸੀ ਟੀ ਯੂ ਦੀਆਂ ਇਹ ਬਸਾਂ ਉਹਨਾਂ ਲੋਕਾਂ ਦੀ ਲੋੜ ਤਾਂ ਪੂਰੀ ਕਰਦੀਆਂ ਹਨ ਜਿਹਨਾਂ ਨੇ ਚੰਡੀਗੜ੍ਹ ਆਉਣਾ ਜਾਣਾ ਹੁੰਦਾ ਹੈ ਪਰੰਤੂ ਇਹਨਾਂ ਦੇ ਰੂਟ ਸ਼ਹਿਰ ਵਾਸੀਆਂ ਦੀ ਸਥਾਨਕ ਜਨਤਕ ਆਵਾਜਾਈ ਦੀ ਲੋੜ ਨੂੰ ਪੂਰਾ ਕਰਨ ਦੇ ਸਮਰਥ ਨਹੀਂ ਹਨ ਅਤੇ ਇਸ ਵਾਸਤੇ ਸ਼ਹਿਰ ਵਾਸੀਆਂ ਨੂੰ ਸਵਾਰੀ ਸਿਸਟਮ ਦੇ ਆਧਾਰ ਤੇ ਚਲਦੇ ਆਟੋ ਰਿਕਸ਼ਆਂ ਤੇ ਹੀ ਨਿਰਭਰ ਹੋਣਾ ਪੈਂਦਾ ਹੈ।

ਸ਼ਹਿਰ ਵਿੱਚ ਸਵਾਰੀ ਸਿਸਟਮ ਦੇ ਆਧਾਰ ਤੇ ਚਲਦੇ ਇਹ ਆਟੋ ਰਿਕਸ਼ੇ ਆਮ ਲੋਕਾਂ ਦੀ ਆਵਾਜਾਈ ਦੀ ਲੋੜ ਨੂੰ ਤਾਂ ਪੂਰਾ ਕਰਦੇ ਹਨ ਪਰੰਤੂ ਇਹਨਾਂ ਨੂੰ ਕਿਸੇ ਪੱਖੋਂ ਵੀ ਸੁਰਖਿਅਤ ਨਹੀਂ ਮੰਨਿਆ ਜਾ ਸਕਦਾ। ਇਹਨਾਂ ਆਟੋ ਰਿਕਸ਼ਿਆਂ ਦੇ ਚਾਲਕ ਆਪਣੇ ਵਾਹਨ ਚਲਾਉਂਦੇ ਸਮੇਂ ਟ੍ਰੈਫਿਕ ਨਿਯਮਾਂ ਦੀ ਖੁੱਲ ਕੇ ਉਲੰਘਣਾ ਕਰਦੇ ਹਨ ਅਤੇ ਇਹਨਾਂ ਤੇ ਪ੍ਰਸ਼ਾਸ਼ਨ ਦਾ ਕੋਈ ਕਾਬੂ ਨਹੀਂ ਹੈ। ਇੱਕ ਦੂਜੇ ਤੋਂ ਅੱਗੇ ਵੱਧ ਕੇ ਸਵਾਰੀ ਚੁੱਕਣ ਦੀ ਕੋਸ਼ਿਸ਼ ਵਿੱਚ ਇਹ ਆਟੋ ਚਾਲਕ ਅਕਸਰ ਹਾਦਸਿਆਂ ਦਾ ਕਾਰਨ ਬਣਦੇ ਹਨ ਅਤੇ ਇਹਨਾਂ ਵਿੱਚ ਸਫਰ ਕਰਨ ਵਾਲਿਆਂ ਦੀ ਜਾਨ ਹਰ ਵੇਲੇ ਖਤਰੇ ਵਿੱਚ ਹੀ ਰਹਿੰਦੀ ਹੈ। ਲੋਕਾਂ ਦੀ ਆਵਾਜਾਈ ਲਈ ਸ਼ਹਿਰ ਵਿੱਚ ਸੁਰਖਿਅਤ ਜਨਤਕ ਆਵਜਾਈ ਦਾ ਪ੍ਰਬੰਧ ਨਾ ਹੋਣ ਕਾਰਨ ਸ਼ਹਿਰ ਵਿੱਚ ਸਵਾਰੀ ਸਿਸਟਮ ਦੇ ਆਧਾਰ ਤੇ ਚਲਦੇ ਆਟੋ ਰਿਕਸ਼ਿਆਂ ਵਾਲਿਆਂ ਦੀ ਚਾਂਦੀ ਹੈ ਜਿਹੜੇ ਲੋਕਾਂ ਤੋਂ ਮਨਮਰਜੀ ਦਾ ਕਿਰਾਇਆ ਵਸੂਲ ਕਰਦੇ ਹਨ।

ਸਥਾਨਕ ਪ੍ਰਸ਼ਾਸ਼ਨ ਦੀ ਜਿੰਮੇਵਾਰੀ ਬਣਦੀ ਹੈ ਕਿ ਉਹ ਆਮ ਲੋਕਾਂ ਨੂੰ ਸੁਰਖਿਅਤ ਆਵਾਜਾਈ ਦੀ ਸਹੂਲੀਅਤ ਮੁਹਈਆ ਕਰਵਾਏ ਅਤੇ ਇਸ ਸੰਬੰਧੀ ਤੁਰੰਤ ਲੋੜੀਂਦੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਲੋਕਾਂ ਦੀ ਜਨਤਕ ਆਵਾਜਾਈ ਦੀ ਇਸ ਲੋੜ ਨੂੰ ਪੂਰਾ ਕਰਨ ਲਈ ਸ਼ਹਿਰ ਦੀ ਆਪਣੀ ਬਸ ਸੇਵਾ ਚਾਲੂ ਕੀਤੀ ਜਾਣੀ ਚਾਹੀਦੀ ਹੈ ਜਿਹੜੀ ਵਸਨੀਕਾਂ ਨੂੰ ਨਾ ਸਿਰਫ ਸ਼ਹਿਰ ਦੇ ਹਰ ਖੇਤਰ ਵਿੱਚ ਆਵਜਾਈ ਦੀ ਸੁਵਿਧਾ ਮੁਹਈਆ ਕਰਵਾਏ ਬਲਕਿ ਜਿਲ੍ਹੇ ਦੇ ਵੱਖ ਵੱਖ ਪਿੰਡਾਂ ਤੋਂ ਸ਼ਹਿਰ ਤਕ ਆਉਣ ਜਾਣ ਲਈ ਸੁਰਖਿਅਤ ਆਵਾਜਾਈ ਦੀ ਸੁਵਿਧਾ ਦੇਵੇ।

ਇਸ ਸੰਬੰਧੀ ਨਗਰ ਨਿਗਮ ਵਲੋਂ ਭਾਵੇਂ ਸ਼ਹਿਰ ਵਾਸੀਆਂ ਦੀ ਸੁਰਖਿਅਤ ਜਨਤਕ ਆਵਾਜਾਈ ਦੀ ਇਸ ਅਹਿਮ ਲੋੜ ਨੂੰ ਪੂਰਾ ਕਰਨ ਲਈ ਭਾਵੇਂ ਸ਼ਹਿਰ ਵਿੱਚ ਸਿਟੀ ਬਸ ਸਰਵਿਸ ਚਲਾਉਣ ਦਾ ਇੱਕ ਪ੍ਰੋਜੈਕਟ ਵੀ ਪਾਸ ਕੀਤਾ ਜਾ ਚੁੱਕਿਆ ਹੈ ਪਰੰਤੂ ਇਹ ਪ੍ਰੇਜੈਕਟ ਵੀ ਹੁਣ ਤਕ ਹਵਾ ਵਿੱਚ ਹੀ ਹੈ ਅਤੇ ਸਥਾਨਕ ਸਰਕਾਰ ਵਿਭਾਗ ਵਲੋਂ ਮੰਜੂਰੀ ਨਾ ਮਿਲਣ ਕਾਰਨ ਇਹ ਕਾਰਵਾਈ ਵੀ ਵਿਚਾਲੇ ਹੀ ਰੁਕੀ ਹੋਈ ਹੈ। ਨਗਰ ਨਿਗਮ ਦੇ ਮੇਅਰ ਨੂੰ ਚਾਹੀਦਾ ਹੈ ਕਿ ਇਸ ਸੰਬੰਧੀ ਪਹਿਲਾਂ ਪਾਸ ਕੀਤੇ ਗਏ ਮਤੇ ਨੂੰ ਸਥਾਨਕ ਸਰਕਾਰ ਵਿਭਾਗ ਤੋਂ ਮੰਜੂਰ ਕਰਵਾ ਕੇ ਸਿਟੀ ਬਸ ਸਰਵਿਸ ਚਾਲੂ ਕਰਵਾਊਣ ਲਈ ਰਾਹ ਪੱਧਰਾ ਕਰਨ। ਸ਼ਹਿਰ ਦੀ ਬਦਹਾਲ ਟ੍ਰੈਫਿਕ ਵਿਵਸਥਾ ਵਿੱਚ ਸੁਧਾਰ ਕਰਨ ਅਤੇ ਲੋਕਾਂ ਨੂੰ ਸੁਰਖਿਅਤ ਜਨਤਕ ਆਵਾਜਾਈ ਦੀ ਸਹੂਲੀਅਤ ਮੁਹਈਆ ਕਰਵਾਉਣ ਲਈ ਅਜਿਹਾ ਕੀਤਾ ਜਾਣਾ ਬਹੁਤ ਜਰੂਰੀ ਹੈ ਅਤੇ ਇਸ ਸੰਬੰਧੀ ਤੁਰੰਤ ਲੋੜੀਂਦੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

Continue Reading

Editorial

ਮੁੱਖ ਸੜਕਾਂ ਕਿਨਾਰੇ ਖੜ੍ਹਦੇ ਵਾਹਨਾਂ ਤੇ ਸਖਤੀ ਨਾਲ ਕਾਬੂ ਕਰੇ ਪ੍ਰਸ਼ਾਸ਼ਨ

Published

on

By

 

ਸਰਦੀ ਦਾ ਮੌਸਮ ਆਰੰਭ ਹੋ ਗਿਆ ਹੈ ਅਤੇ ਸਵੇਰੇ ਸ਼ਾਮ ਥੋੜ੍ਹੀ ਧੁੰਦ ਵੀ ਪੈਣ ਲੱਗ ਗਈ ਹੈ। ਅੱਜਕੱਲ ਦਿਨ ਵੀ ਛੇਤੀ ਛੁਪ ਜਾਂਦਾ ਹੈ ਅਤੇ ਇਸ ਨਾਲ ਸੜਕਾਂ ਤੇ ਦੇਖਣ ਦੀ ਸਮਰਥਾ ਵੀ ਕਾਫੀ ਘੱਟ ਹੋ ਗਈ ਹੈ। ਅਜਿਹੇ ਸਮੇਂ ਦੌਰਾਨ ਜਦੋਂ ਸੜਕ ਤੇ ਵੇਖਣ ਦੀ ਸਮਰਥਾ ਘੱਟ ਜਾਂਦੀ ਹੈ, ਸੜਕ ਹਾਦਸਿਆਂ ਦਾ ਖਤਰਾ ਕਾਫੀ ਵੱਧ ਜਾਂਦਾ ਹੈ ਅਤੇ ਸੜਕ ਤੇ ਕਿਸੇ ਕਿਸਮ ਦੀ ਰੁਕਾਵਟ ਵੀ ਖਤਰੇ ਦਾ ਕਾਰਨ ਬਣਦੀ ਹੈ। ਪਰੰਤੂ ਸਾਡੇ ਸ਼ਹਿਰ ਦੀ ਹਾਲਤ ਹੈ ਕਿ ਇੱਥੇ ਲਗਭਗ ਸਾਰੀਆਂ ਹੀ ਮੁੱਖ ਸੜਕਾਂ ਦੇ ਕਿਨਾਰੇ ਲੋਕਾਂ ਵਲੋਂ ਵਾਹਨ ਖੜ੍ਹੇ ਕਰ ਦਿੱਤੇ ਜਾਂਦੇ ਹਨ ਜਿਹਨਾਂ ਕਾਰਨ ਜਿੱਥੇ ਵਾਹਨਾਂ ਦੇ ਲਾਂਘੇ ਲਈ ਰਾਹ ਘੱਟ ਹੋ ਜਾਂਦਾ ਹੈ ਉੱਥੇ ਇਸ ਕਾਰਨ ਅਜਿਹੇ ਹਾਦਸਿਆਂ ਦੀ ਆਸ਼ੰਕਾ ਹੋਰ ਵੀ ਵੱਧ ਜਾਂਦੀ ਹੈ।

ਲੋਕਾਂ ਵਲੋਂ ਸ਼ਹਿਰ ਦੀਆਂ ਮੁੱਖ ਸੜਕਾਂ ਦੇ ਕਿਨਾਰੇ ਗੱਡੀਆਂ ਖੜ੍ਹੀਆਂ ਕਰਨ ਦੀ ਸਮੱਸਿਆ ਕਾਫੀ ਸਮੇਂ ਤੋਂ ਚਲਦੀ ਆ ਰਹੀ ਹੈ ਅਤੇ ਇਸ ਕਾਰਨ ਕਈ ਵਾਰ ਜਾਮ ਤਕ ਲਗਣ ਦੀ ਨੌਬਤ ਆ ਜਾਂਦੀ ਹੈ ਪਰੰਤੂ ਇਸਦੇ ਬਾਵਜੂਦ ਸ਼ਹਿਰ ਦੀਆਂ ਮੁੱਖ ਸੜਕਾਂ ਦੇ ਕਿਨਾਰੇ ਆਪਣੇ ਵਾਹਨ ਖੜ੍ਹੇ ਕਰਨ ਵਾਲਿਆਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।

ਸੜਕਾਂ ਕਿਨਾਰੇ ਗੱਡੀਆਂ ਖੜ੍ਹਾਉਣ ਦੀ ਇਹ ਕਾਰਵਾਈ ਉਹਨਾਂ ਥਾਵਾਂ ਤੇ ਜਿਆਦਾ ਦਿਖਦੀ ਹੈ ਜਿੱਥੇ ਸੜਕ ਕਿਨਾਰੇ ਬਣੀਆਂ ਮਾਰਕੀਟਾਂ ਵਿੱਚ ਖਰੀਦਦਾਰੀ ਕਰਨ ਜਾਂ ਕਿਸੇ ਕੰਮ ਆਏ ਵਿਅਕਤੀ ਮਾਰਕੀਟ ਦੀ ਪਾਰਕਿੰਗ ਵਿੱਚ ਜਾ ਕੇ ਗੱਡੀ ਖੜ੍ਹਾਉਣ ਦੀ ਥਾਂ ਮੁੱਖ ਸੜਕ ਦੇ ਕਿਨਾਰੇ ਤੇ ਆਪਣੀ ਗੱਡੀ ਖੜ੍ਹੀ ਕਰ ਦਿੰਦੇ ਹਨ ਅਤੇ ਖੁਦ ਮਾਰਕੀਟ ਵਿੱਚ ਚਲੇ ਜਾਂਦੇ ਹਨ। ਸ਼ਹਿਰ ਦੀ ਸਭ ਤੋਂ ਵਿਅਸਤ ਸੜਕ (ਜਿਹੜੀ ਫੇਜ਼ 1 ਨੂੰ ਫੇਜ਼ 11 ਨਾਲ ਜੋੜਦੀ ਹੈ) ਦਾ ਮਾਰਕੀਟਾਂ ਦੇ ਸਾਮ੍ਹਣੇ ਪੈਂਦਾ ਖੇਤਰ ਇਸ ਸਮੱਸਿਆ ਦਾ ਸਭ ਤੋਂ ਵੱਧ ਸ਼ਿਕਾਰ ਹੈ। ਫੇਜ਼ 5 ਦੇ 3-5 ਚੌਂਕ ਦੇ ਨਾਲ ਲੱਗਦੇ ਬੂਥਾਂ ਦੇ ਸਾਮ੍ਹਣੇ, ਫੇਜ਼ 7 ਦੀ ਮਾਰਕੀਟ ਦਾ ਉਹ ਹਿੱਸਾ ਜਿੱਥੇ ਵਿੱਚ ਵੱਡੀ ਗਿਣਤੀ ਬੈਂਕ ਮੌਜੂਦ ਹਨ, ਫੇਜ਼ 7 ਦੇ ਐਚ ਐਮ ਕਵਾਟਰਾਂ ਦੇ ਸਾਮ੍ਹਣੇ ਵਾਲੀ ਥਾਂ ਅਤੇ ਫੇਜ਼ 11 ਵਿੱਚ ਮਾਰਕੀਟ ਦੇ ਸਾਮ੍ਹਣੇ ਇਹ ਸਮੱਸਿਆ ਕਾਫੀ ਜਿਆਦਾ ਹੈ।

ਸੜਕਾਂ ਦੇ ਕਿਨਾਰੇ ਵਾਹਨ ਖੜ੍ਹਾਉਣ ਦੀ ਇਹ ਕਾਰਵਾਈ ਕਾਨੂੰਨ ਦੀ ਸਿੱਧੀ ਉਲੰਘਣਾ ਦੇ ਦਾਇਰੇ ਵਿੱਚ ਆਉਂਦੀ ਹੈ ਅਤੇ ਕੁੱਝ ਸਾਲ ਪਹਿਲਾਂ ਤਕ ਟ੍ਰੈਫਿਕ ਪੁਲੀਸ ਵਲੋਂ ਅਜਿਹੇ ਵਾਹਨ ਚਾਲਕਾਂ ਦੇ ਖਿਲਾਫ ਕਾਰਵਾਈ ਵੀ ਕੀਤੀ ਜਾਂਦੀ ਰਹੀ ਹੈ ਜਿਸਦੇ ਤਹਿਤ ਅਜਿਹੀਆਂ ਗੱਡੀਆਂ ਨੂੰ ਕ੍ਰੇਨ ਨਾਲ ਚੁਕਵਾ ਕੇ ਥਾਣੇ ਪਹੁੰਚਾ ਦਿੱਤਾ ਜਾਂਦਾ ਸੀ ਅਤੇ ਫਿਰ ਜੁਰਮਾਨਾ ਵਸੂਲਣ ਤੋਂ ਬਾਅਦ ਹੀ ਇਹਨਾਂ ਨੂੰ ਛੱਡਿਆ ਜਾਂਦਾ ਸੀ, ਪਰੰਤੂ ਪਿਛਲੇ ਕਾਫੀ ਸਮੇਂ ਤੋਂ ਟ੍ਰੈਫਿਕ ਪੁਲੀਸ ਦੀ ਇਹ ਕਾਰਵਾਈ ਬੰਦ ਹੈ ਅਤੇ ਇਸ ਕਾਰਨ ਸੜਕਾਂ ਕਿਨਾਰੇ ਖੜ੍ਹਦੀਆਂ ਇਹਨਾਂ ਗੱਡੀਆਂ ਦੀ ਸਮੱਸਿਆ ਲਗਾਤਾਰ ਵੱਧ ਰਹੀ ਹੈ।

ਸ਼ਹਿਰ ਦੀਆਂ ਸੜਕਾਂ ਕਿਨਾਰੇ ਲੋਕਾਂ ਵਲੋਂ ਆਪਣੇ ਵਾਹਨ ਖੜ੍ਹੇ ਕਰਨ ਦੀ ਕਾਰਵਾਈ ਵੀ ਅਜਿਹੀ ਹੀ ਹੈ ਜਿਸ ਕਾਰਨ ਸ਼ਹਿਰ ਵਿਚਲੀ ਟ੍ਰੈਫਿਕ ਵਿਵਸਥਾ ਬੁਰੀ ਤਰ੍ਹਾਂ ਪ੍ਰਭਾਵਿਤ ਹੁੰਦੀ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਲੋਕ ਸੜਕਾਂ ਕਿਨਾਰੇ ਖੜ੍ਹਦੀਆਂ ਗੱਡੀਆਂ ਕਾਰਨ ਟ੍ਰੈਫਿਕ ਸਮੱਸਿਆ ਦੀ ਬਦਹਾਲੀ ਦੀ ਸ਼ਿਕਾਇਤ ਤਾਂ ਕਰਦੇ ਹਨ ਪਰੰਤੂ ਉਹ ਖੁਦ ਵੀ ਅਜਿਹਾ ਹੀ ਕਰਦੇ ਦਿਖਦੇ ਹਨ। ਸ਼ਹਿਰ ਵਾਸੀ ਕਿਸੇ ਹੋਰ ਵਲੋਂ ਕੀਤੀ ਜਾਂਦੀ ਕਾਨੂੰਨ ਦੀ ਉਲੰਘਣਾ ਤੇ ਤਾਂ ਇਤਰਾਜ ਕਰਦੇ ਦਿਖਦੇ ਹਨ ਪਰੰਤੂ ਜਦੋਂ ਖੁਦ ਤੇ ਗੱਲ ਆਉਂਦੀ ਹੈ ਤਾਂ ‘ਬਸ ਦੋ ਮਿਨਟ ਦਾ ਕੰਮ ਹੈ’ ਵਰਗੇ ਬਹਾਨੇ ਬਣਾ ਕੇ ਖੁਦ ਨੂੰ ਜਾਇਜ ਕਰਾਰ ਦੇਣ ਦੀ ਕੋਸ਼ਿਸ਼ ਵਿੱਚ ਲੱਗ ਜਾਂਦੇ ਹਨ।

ਇਹ ਵੀ ਕਿਹਾ ਜਾ ਸਕਦਾ ਹੈ ਕਿ ਸਾਡੇ ਸ਼ਹਿਰ ਦੇ ਵਸਨੀਕਾਂ ਦੀ ਮਾਨਸਿਕਤਾ ਹੀ ਕੁੱਝ ਅਜਿਹੀ ਹੋ ਗਈ ਜਾਪਦੀ ਹੈ ਕਿ ਆਪਣੀ ਖੁਦ ਦੀ ਸਹੂਲੀਅਤ ਲਈ ਉਹ ਇਸ ਗੱਲ ਦੀ ਬਿਲਕੁਲ ਵੀ ਪਰਵਾਹ ਨਹੀਂ ਕਰਦੇ ਕਿ ਉਹਨਾਂ ਦੀ ਕੋਈ ਕਾਰਵਾਈ ਹੋਰਨਾਂ ਸ਼ਹਿਰੀਆਂ ਲਈ ਕਿੰਨੀ ਵੱਡੀ ਪਰੇਸ਼ਾਨੀ ਦਾ ਕਾਰਨ ਬਣ ਸਕਦੀ ਹੈ। ਸ਼ਹਿਰਵਾਸੀ ਖੁਦ ਲਈ ਅਤਿ ਆਧੁਨਿਕ ਸੁਵਿਧਾਵਾਂ ਦੀ ਮੰਗ ਤਾਂ ਕਰਦੇ ਹਨ ਪਰੰਤੂ ਅਕਸਰ ਉਹਨਾਂ ਦੀਆਂ ਖੁਦ ਦੀਆਂ ਕਾਰਵਾਈਆਂ ਹੀ ਉਹਨਾਂ ਨੂੰ ਮਿਲਣ ਵਾਲੀਆਂ ਸੁਵਿਧਾਵਾਂ ਦੇ ਰਾਹ ਦੀ ਰੁਕਾਵਟ ਬਣ ਜਾਂਦੀਆਂ ਹਨ।

ਸਥਾਨਕ ਪ੍ਰਛਾਛਨ ਦੀ ਇਹ ਜਿੰਮੇਵਾਰੀ ਬਣਦੀ ਹੈ ਕਿ ਉਹ ਛਹਿਰ ਦੀਆਂ ਸੜਕਾਂ ਦੇ ਕਿਨਾਰੇ ਵਾਹਨ ਖੜ੍ਹਾਉਣ ਦੀ ਇਸ ਕਾਰਵਾਈ ਤੇ ਸਖਤੀ ਨਾਲ ਰੋਕ ਲਗਾਏ ਅਤੇ ਇਸ ਸਮੱਸਿਆ ਦੇ ਹਲ ਲਈ ਪ੍ਰਭਾਵੀ ਕਾਰਵਾਈ ਨੂੰਯਕੀਨੀ ਬਣਾਇਆ ਜਾਵੇ। ਇਸ ਸੰਬੰਧੀ ਟ੍ਰੈਫਿਕ ਪੁਲੀਸ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਜਿੰਮੇਵਾਰੀ ਤੈਅ ਕੀਤੀ ਜਾਣੀ ਚਾਹੀਦੀ ਹੈ ਅਤੇ ਸੜਕਾਂ ਕਿਨਾਰੇ ਵਾਹਨ ਖੜ੍ਹਾਉਣ ਦੀ ਇਸ ਕਾਰਵਾਈ ਤੇ ਸਖਤੀ ਨਾਲ ਰੋਕ ਲਗਾਈ ਜਾਣੀ ਚਾਹੀਦੀ ਹੈ ਤਾਂ ਜੋ ਇਸ ਕਾਰਨ ਪੇਸ਼ ਆਉਂਦੀ ਟ੍ਰੈਫਿਕ ਵਿਵਸਥਾ ਦੀ ਬਦਹਾਲੀ ਦੀ ਸਮੱਸਿਆ ਤੋਂ ਛੁਟਕਾਰਾ ਹਾਸਿਲ ਹੋ ਸਕੇ।

Continue Reading

Editorial

ਰੂਸ ਅਤੇ ਯੂਕਰੇਨ ਵਿਚਾਲੇ ਪਰਮਾਣੂ ਜੰਗ ਛਿੜਨ ਦੀ ਸੰਭਾਵਨਾ ਵਧੀ

Published

on

By

 

ਰੂਸ ਅਤੇ ਯੂਕਰੇਨ ਵਿਚਾਲੇ ਚਲ ਰਹੀ ਜੰਗ ਦੌਰਾਨ ਦੋਵਾਂ ਵਿਚਾਲੇ ਹੁਣ ਪਰਮਾਣੂ ਜੰਗ ਹੋਣ ਦੇ ਆਸਾਰ ਬਣਦੇ ਜਾ ਰਹੇ ਹਨ। ਇਸ ਸੰਬੰਧੀ ਜਿੱਥੇ ਰੂਸ ਵੱਲੋਂ ਯੂਕਰੇਨ ਵਿਰੁੱਧ ਪਰਮਾਣੂ ਹਥਿਆਰ ਵਰਤਣ ਦੀ ਧਮਕੀ ਦਿਤੀ ਜਾ ਰਹੀ ਹੈ, ਉਥੇ ਹੁਣ ਅਮਰੀਕਾ ਵੱਲੋਂ ਯੂਕਰੇਨ ਨੂੰ ਰੂਸ ਵਿਰੁੱਧ ਵਰਤਣ ਲਈ ਪਰਮਾਣੂ ਹਥਿਆਰ ਦੇਣ ਦੀ ਯੋਜਨਾ ਬਣਾਈ ਗਈ ਹੈ, ਜਿਸ ਕਾਰਨ ਰੂਸ ਅਤੇ ਯੂਕਰੇਨ ਵਿਚਾਲੇ ਜੰਗ ਹੋਰ ਭੜਕਣ ਦੀ ਸੰਭਾਵਨਾ ਹੈ।

ਯੂਕਰੇਨ ਕਿਸੇ ਸਮੇਂ ਰੂਸ ਦਾ ਹੀ ਹਿੱਸਾ ਹੁੰਦਾ ਹੈ ਪਰ ਹੁਣ ਵੱਖਰਾ ਦੇਸ਼ ਹੈ। ਰੂਸ ਨੂੰ ਘੇਰਨ ਲਈ ਅਮਰੀਕਾ ਅਤੇ ਉਸ ਦੇ ਸਹਿਯੋਗੀ ਦੇਸ਼ਾਂ ਨੇ ਯੂਕਰੇਨ ਨੂੰ ਹਮਾਇਤ ਦੇਣੀ ਆਰੰਭ ਕਰ ਦਿੱਤੀ ਅਤੇ ਯੂਕਰੇਨ ਨੂੰ ਹਰ ਤਰ੍ਹਾਂ ਦੀ ਸਹਾਇਤਾ ਦੇ ਕੇ ਉਸ ਨੂੰ ਰੂਸ ਵਿਰੁੱਧ ਖੜਾ ਕਰ ਦਿੱਤਾ, ਜਿਸ ਕਾਰਨ ਰੂਸ ਅਤੇ ਯੂਕਰੇਨ ਵਿਚਾਲੇ ਜੰਗ ਸ਼ੁਰੂ ਹੋ ਗਈ। ਇਸ ਜੰਗ ਨੂੰ ਹੁਣ ਕਾਫੀ ਸਮਾਂ ਬੀਤ ਗਿਆ ਹੈ ਪਰ ਅਜੇ ਵੀ ਇਹ ਜੰਗ ਜਾਰੀ ਹੈ, ਜੋ ਕਿ ਹੁਣ ਪਰਮਾਣੂ ਹਥਿਆਰਾਂ ਦੀ ਲੜਾਈ ਤਕ ਪਹੁੰਚ ਸਕਦੀ ਹੈ।

ਰੂਸ ਅਤੇ ਯੂਕਰੇਨ ਵਿਚਾਲੇ ਜੰਗ ਵਿੱਚ ਦੋਵਾਂ ਦੇਸ਼ਾਂ ਦਾ ਕਾਫੀ ਨੁਕਸਾਨ ਹੋਇਆ ਹੈ ਪਰ ਦੋਵਾਂ ਵਿਚੋਂ ਕੋਈ ਵੀ ਦੇਸ਼ ਆਪਣੀ ਹਾਰ ਮੰਨਣ ਲਈ ਤਿਆਰ ਨਹੀਂ ਹੈ। ਰੂਸ ਨੂੰ ਜਿਥੇ ਆਪਣੀ ਫ਼ੌਜੀ ਸਮਰਥਾ ਅਤੇ ਪਰਮਾਣੂ ਸ਼ਕਤੀ ਤੇ ਭਰੋਸਾ ਹੈ, ਉਥੇ ਯੂਕਰੇਨ ਨੂੰ ਆਪਣੇ ਦੋਸਤ ਅਮਰੀਕਾ ਅਤੇ ਹੋਰ ਦੇਸ਼ਾਂ ਦੀ ਪੂਰੀ ਸਹਾਇਤਾ ਪ੍ਰਾਪਤ ਹੈ। ਯੂਕਰੇਨ ਅਮਰੀਕਾ ਦੇ ਸਹਾਰੇ ਹੀ ਰੂਸ ਨੂੰ ਲਲਕਾਰ ਰਿਹਾ ਹੈ ਜਦੋਂਕਿ ਅਮਰੀਕਾ ਅਤੇ ਉਸ ਦੇ ਮਿੱਤਰ ਦੇਸ਼ਾਂ ਨੇ ਰੂਸ ਨੂੰ ਯੂਕਰੇਨ ਰਾਹੀਂ ਘੇਰਿਆ ਹੋਇਆ ਹੈ ਜਿਸ ਦਾ ਰੂਸ ਸਖ਼ਤ ਵਿਰੋਧ ਕਰਦਾ ਹੈ। ਇਸਦਾ ਨਤੀਜਾ ਰੂਸ ਅਤੇ ਯੂਕਰੇਨ ਵਿਚਾਲੇ ਜੰਗ ਵਿੱਚ ਨਿਕਲਿਆ ਹੈ।

ਕਿਹਾ ਜਾਂਦਾ ਹੈ ਕਿ ਇੱਕ ਪਾਸੇ ਜਿੱਥੇ ਅਮਰੀਕਾ ਹਰ ਹੀਲੇ ਰੂਸ ਨੂੰ ਖਤਮ ਕਰਨਾ ਚਾਹੁੰਦਾ ਹੈ ਉੱਥੇ ਦੂਜੇ ਪਾਸੇ ਰੂਸ ਵੀ ਆਪਣੇ ਸਟੈਂਡ ਤੇ ਡਟਿਆ ਹੋਇਆ ਹੈ ਅਤੇ ਅਮਰੀਕਾ ਤੇ ਹੋਰ ਮੁਲਕਾਂ ਦਾ ਸਖ਼ਤ ਮੁਕਾਬਲਾ ਕਰ ਰਿਹਾ ਹੈ। ਅਮਰੀਕਾ ਤੇ ਉਸ ਦੇ ਮਿੱਤਰ ਦੇਸ਼ਾਂ ਨੂੰ ਅਜਿਹਾ ਲੱਗਦਾ ਸੀ ਕਿ ਸੋਵੀਅਤ ਯੂਨੀਅਨ ਦੇ ਟੁੱਟਣ ਤੋਂ ਬਾਅਦ ਰੂਸ ਕਮਜੋਰ ਹੋ ਗਿਆ ਹੈ ਪਰ ਰੂਸ ਨੇ ਆਪਣੀ ਸ਼ਕਤੀ ਨਾਲ ਦਿਖਾ ਦਿਤਾ ਹੈ ਕਿ ਰੂਸ ਕਮਜੋਰ ਨਹੀਂ ਹੋਇਆ ਅਤੇ ਉਹ ਅਮਰੀਕਾ ਦਾ ਮੁਕਾਬਲਾ ਕਰਨ ਲਈ ਤਰ੍ਹਾਂ ਤਿਆਰ ਹੈ।

ਇਸ ਗੱਲ ਤੋਂ ਸਾਰੇ ਹੀ ਜਾਣੂ ਹਨ ਕਿ ਅਮਰੀਕਾ ਅਤੇ ਰੂਸ ਕੋਲ ਵੱਡੀ ਗਿਣਤੀ ਵਿੱਚ ਪਰਮਾਣੂ ਹਥਿਆਰ ਹਨ। ਜੇ ਅਮਰੀਕਾ ਯੂਕਰੇਨ ਨੂੰ ਪਰਮਾਣੂ ਹਥਿਆਰ ਦਿੰਦਾ ਹੈ ਤਾਂ ਇਸ ਜੰਗ ਵਿੱਚ ਇਹਨਾਂ ਹਥਿਆਰਾਂ ਦੀ ਵਰਤੋਂ ਹੋਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ, ਜਿਸਦੇ ਖਤਰਨਾਕ ਨਤੀਜੇ ਸਾਹਮਣੇ ਆ ਸਕਦੇ ਹਨ।

ਰੂਸ ਅਤੇ ਯੂਕਰੇਨ ਵਿਚਾਲੇ ਜੰਗ ਰੋਕਣ ਲਈ ਵੀ ਭਾਵੇਂ ਕਈ ਦੇਸ਼ ਸਰਗਰਮ ਹਨ ਪਰ ਉਹਨਾਂ ਦੀਆਂ ਕੋਸ਼ਿਸਾਂ ਨੂੰ ਬੂਰ ਨਹੀਂ ਪਿਆ। ਇਸ ਜੰਗ ਦੇ ਹੁਣ ਤਕ ਬਹੁਤ ਮਾੜੇ ਨਤੀਜੇ ਸਾਹਮਣੇ ਆਏ ਹਨ। ਇਸ ਕਾਰਨ ਜਿੱਥੇ ਦੁਨੀਆਂ ਵਿੱਚ ਮਹਿੰਗਾਈ ਬਹੁਤ ਵੱਧ ਗਈ ਹੈ ਉੱਥੇ ਇਸ ਕਾਰਨ ਦੁਨੀਆਂ ਨੂੰ ਹੋਰ ਵੀ ਅਨੇਕਾਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਹੁਣ ਜਿਸ ਤਰੀਕੇ ਨਾਲ ਦੋਵਾਂ ਦੇਸ਼ਾਂ ਵਿਚਾਲੇ ਪਰਮਾਣੂ ਜੰਗ ਹੋਣ ਦੇ ਆਸਾਰ ਬਣਦੇ ਜਾ ਰਹੇ ਹਨ, ਉਸ ਨਾਲ ਵੱਡੀ ਤਬਾਹੀ ਹੋਣ ਦਾ ਖਤਰਾ ਬਣ ਗਿਆ ਹੈ।

ਬਿਊਰੋ

 

Continue Reading

Latest News

Trending