Mohali
ਮੁੱਖ ਮੰਤਰੀ ਵੱਲੋਂ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਲੋਕਾਂ ਨੂੰ ਸਮਰਪਿਤ
ਸ਼ਹੀਦ ਭਗਤ ਸਿੰਘ ਦਾ 30 ਫੁੱਟ ਉੱਚਾ ਕਾਂਸੀ ਦਾ ਬੁੱਤ ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਪ੍ਰੇਰਿਤ ਕਰੇਗਾ
ਐਸ ਏ ਐਸ ਨਗਰ, 4 ਦਸੰਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੀਵਨ ਅਤੇ ਫਲਸਫੇ ਦਾ ਪਾਸਾਰ ਕਰ ਕੇ ਨੌਜਵਾਨਾਂ ਨੂੰ ਦੇਸ਼ ਦੀ ਨਿਰਸਵਾਰਥ ਸੇਵਾ ਲਈ ਪ੍ਰੇਰਿਤ ਕਰੇਗਾ।
ਇੱਥੇ ਏਅਰਪੋਰਟ ਰੋਡ ਤੇ 5 ਕਰੋੜ ਦੀ ਲਾਗਤ ਵਾਲੇ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ (ਜਿੱਥੇ ਸ਼ਹੀਦ ਭਗਤ ਸਿੰਘ ਦਾ 30 ਫੁੱਟ ਉੱਚਾ ਕਾਂਸੀ ਦਾ ਬੁੱਤ ਸਥਾਪਤ ਹੈ) ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮਹਾਨ ਸ਼ਹੀਦ ਨੂੰ ਸਿਰਫ਼ ਉਨ੍ਹਾਂ ਦੇ ਸ਼ਹੀਦੀ ਦਿਵਸ (23 ਮਾਰਚ) ਜਾਂ ਜਨਮ ਦਿਨ (28 ਸਤੰਬਰ) ਤੇ ਹੀ ਯਾਦ ਨਹੀਂ ਕੀਤਾ ਜਾਣਾ ਚਾਹੀਦਾ, ਬਲਕਿ ਹਰ ਪਲ ਯਾਦ ਕੀਤਾ ਜਾਣਾ ਚਾਹੀਦਾ।
ਉਨ੍ਹਾਂ ਕਿਹਾ ਕਿ ਜਿਸ ਉਮਰ ਵਿੱਚ ਨੌਜਵਾਨ ਆਪਣੇ ਮਾਪਿਆਂ ਤੋਂ ਤੋਹਫ਼ੇ ਦੀ ਮੰਗਦੇ ਹਨ, ਸ਼ਹੀਦ ਭਗਤ ਸਿੰਘ ਨੇ ਅੰਗਰੇਜ਼ਾਂ ਤੋਂ ਆਪਣੀ ਮਾਤ ਭੂਮੀ ਦੀ ਆਜ਼ਾਦੀ ਦੀ ਮੰਗ ਕੀਤੀ ਸੀ। ਸ਼ਹੀਦ ਭਗਤ ਸਿੰਘ ਪੜ੍ਹੇ-ਲਿਖੇ ਆਗੂ ਸਨ, ਜੋ ਹਮੇਸ਼ਾ ਲੋਕਾਂ ਦੀ ਭਲਾਈ ਲਈ ਚਿੰਤਤ ਰਹਿੰਦੇ ਸਨ। ਉਹਨਾਂ ਕਿਹਾ ਕਿ ਇਹ ਪਲਾਜ਼ਾ ਸਾਡੀਆਂ ਨੌਜਵਾਨ ਪੀੜ੍ਹੀਆਂ ਨੂੰ ਮਹਾਨ ਸ਼ਹੀਦ ਦੇ ਨਕਸ਼ੇ-ਕਦਮਾਂ ਤੇ ਚੱਲਣ ਅਤੇ ਦੇਸ਼ ਦੀ ਸੇਵਾ ਕਰਨ ਲਈ ਹਮੇਸ਼ਾ ਪ੍ਰੇਰਿਤ ਕਰੇਗਾ। ਉਹਨਾਂ ਕਿਹਾ ਕਿ ਉਨ੍ਹਾਂ ਕਿਹਾ ਕਿ ਆਜ਼ਾਦੀ ਸੰਗਰਾਮ ਦੇ ਨੌਜਵਾਨ ਨਾਇਕ ਨੇ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਦੇ ਚੁੰਗਲ ਤੋਂ ਮੁਕਤ ਕਰਵਾਉਣ ਲਈ ਛੋਟੀ ਉਮਰ ਵਿੱਚ ਹੀ ਆਪਣਾ ਬਲੀਦਾਨ ਦੇ ਦਿੱਤਾ ਸੀ।
ਭਗਵੰਤ ਸਿੰਘ ਮਾਨ ਨੇ ਅਫਸੋਸ ਜ਼ਾਹਰ ਕੀਤਾ ਕਿ ਪਿਛਲੀਆਂ ਸਰਕਾਰਾਂ ਨੇ 70 ਸਾਲਾਂ ਦੌਰਾਨ ਸ਼ਹੀਦ-ਏ-ਆਜ਼ਮ ਭਗਤ ਸਿੰਘ ਵਰਗੇ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਅੱਖੋਂ ਪਰੋਖੇ ਕੀਤਾ ਹੈ। ਉਹਨਾਂ ਕਿਹਾ ਕਿ ਇਹ ਪਲਾਜ਼ਾ ਇਸ ਮਹਾਨ ਸ਼ਹੀਦ ਦੇ ਯੋਗਦਾਨ ਤੋਂ ਜਾਣੂ ਕਰਵਾ ਕੇ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਮੁਸਾਫ਼ਰਾਂ ਲਈ ਚਾਨਣ ਮੁਨਾਰਾ ਸਾਬਤ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਯਤਨਾਂ ਸਦਕਾ ਮੁਹਾਲੀ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ਤੇ ਰੱਖਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਿੱਚੋਂ ਕਿਸੇ ਨੇ ਵੀ ਇਸ ਹਵਾਈ ਅੱਡੇ ਦਾ ਨਾਂ ਮਹਾਨ ਸ਼ਹੀਦ ਦੇ ਨਾਂ ਤੇ ਰੱਖਣ ਦੀ ਖੇਚਲ ਨਹੀਂ ਕੀਤੀ ਪਰ ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਦੀ ਸਰਕਾਰ ਨੇ ਇਸ ਨੂੰ ਵੱਧ ਤਰਜੀਹ ਦਿੱਤੀ। ਉਹਨਾਂ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਦੇ ਨਾਂ ਤੇ ਹਵਾਈ ਅੱਡਿਆਂ, ਯੂਨੀਵਰਸਿਟੀਆਂ ਅਤੇ ਹੋਰ ਅਦਾਰਿਆਂ ਦਾ ਨਾਂ ਰੱਖਣਾ ਉਨ੍ਹਾਂ ਦੀ ਗੌਰਵਮਈ ਵਿਰਾਸਤ ਨੂੰ ਕਾਇਮ ਰੱਖਣ ਲਈ ਜ਼ਰੂਰੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ। ਉਨ੍ਹਾਂ ਕਿਹਾ ਕਿ ਮਹਾਨ ਦੇਸ਼ ਭਗਤਾਂ ਦੇ ਸੁਪਨਿਆਂ ਅਨੁਸਾਰ ਪੰਜਾਬ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਯਕੀਨੀ ਬਣਾਉਣਾ ਸੂਬਾ ਸਰਕਾਰ ਦਾ ਫਰਜ਼ ਬਣਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸ਼ਹੀਦ ਭਗਤ ਸਿੰਘ ਦੇ ਹਰ ਸੁਪਨੇ ਨੂੰ ਸਾਕਾਰ ਕਰਨ ਅਤੇ ਸਦਭਾਵਨਾ ਤੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਵਚਨਬੱਧ ਹੈ।
ਉਹਨਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਦੇ ਸੁਪਨੇ ਅਜੇ ਵੀ ਅਧੂਰੇ ਹਨ ਕਿਉਂਕਿ ਭ੍ਰਿਸ਼ਟਾਚਾਰ, ਭਾਈ-ਭਤੀਜਾਵਾਦ ਅਤੇ ਗਰੀਬੀ ਨੇ ਅਜੇ ਵੀ ਪੈਰ ਪਸਾਰੇ ਹੋਏ ਹਨ। ਉਨ੍ਹਾਂ ਨੇ ਭਾਰਤ ਨੂੰ ਨੰਬਰ ਇਕ ਦੇਸ਼ ਬਣਾਉਣ ਲਈ ਲੋਕਾਂ ਨੂੰ ਜਾਤ-ਪਾਤ, ਫਿਰਕਾਪ੍ਰਸਤੀ ਅਤੇ ਧਰਮ ਦੇ ਭੇਦਭਾਵ ਤੋਂ ਉੱਪਰ ਉੱਠਣ ਦਾ ਸੱਦਾ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸ਼ਹੀਦ ਭਗਤ ਸਿੰਘ ਅਤੇ ਹੋਰ ਆਜ਼ਾਦੀ ਘੁਲਾਟੀਆਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ, ਜਿਨ੍ਹਾਂ ਨੇ ਮਾਤ ਭੂਮੀ ਦੀ ਖ਼ਾਤਰ ਆਪਣੀਆਂ ਜਾਨਾਂ ਨਿਛਾਵਰ ਕੀਤੀਆਂ ਸਨ।
Mohali
ਫਿਲਮੀ ਕਲਾਕਾਰ ਅਤੇ ਗਾਇਕ ਗਿੱਪੀ ਗਰੇਵਾਲ ਨੂੰ ਧਮਕੀ ਦੇਣ ਦੇ ਮਾਮਲੇ ਵਿੱਚ ਅਦਾਲਤ ਨੇ ਗੈਂਗਸਟਰ ਦਿਲਪ੍ਰੀਤ ਬਾਬਾ ਅਤੇ ਸੁਖਪ੍ਰੀਤ ਬੁੱਢਾ ਨੂੰ ਕੀਤਾ ਬਰੀ
ਮੁਹਾਲੀ ਪੁਲੀਸ ਅਦਾਲਤ ਵਿੱਚ ਸਾਬਿਤ ਨਹੀਂ ਕਰ ਪਾਈ ਗਿੱਪੀ ਗਰੇਵਾਲ ਤੋਂ ਫਿਰੌਤੀ ਮੰਗਣ ਦੀ ਗੱਲ
ਐਸ ਏ ਐਸ ਨਗਰ, 4 ਦਸੰਬਰ (ਜਸਬੀਰ ਸਿੰਘ ਜੱਸੀ) ਪੰਜਾਬੀ ਗਾਇਕ ਅਤੇ ਫਿਲਮੀ ਕਲਾਕਾਰ ਗਿੱਪੀ ਗਰੇਵਾਲ ਨੂੰ ਫਿਰੌਤੀ ਲਈ ਧਮਕੀ ਦੇਣ ਦੇ ਮਾਮਲੇ ਵਿੱਚ ਮੁਹਾਲੀ ਪੁਲੀਸ ਗੈਂਗਸਟਰ ਦਿਲਪ੍ਰੀਤ ਬਾਬਾ ਅਤੇ ਸੁਖਪ੍ਰੀਤ ਬੁੱਢਾ ਵਲੋਂ ਫਿਰੌਤੀ ਮੰਗਣ ਦੀ ਗੱਲ ਅਦਾਲਤ ਵਿਚ ਸਾਬਤ ਨਹੀਂ ਕਰ ਸਕੀ, ਜਿਸ ਕਾਰਨ ਜੂਡੀਸ਼ੀਅਲ ਮੈਜਿਸਟ੍ਰੇਟ ਸਵਿਤਾ ਦਾਸ ਦੀ ਅਦਾਲਤ ਵਲੋਂ ਸਰਕਾਰੀ ਧਿਰ ਅਤੇ ਬਚਾਅ ਪੱਖ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਦਿਲਪ੍ਰੀਤ ਬਾਬਾ ਅਤੇ ਸੁਖਪ੍ਰੀਤ ਬੁੱਢਾ ਨੂੰ ਬਾਇੱਜਤ ਬਰੀ ਕਰਨ ਦੇ ਹੁਕਮ ਸੁਣਾਏ ਹਨ।
ਮੁਹਾਲੀ ਪੁਲੀਸ ਅਦਾਲਤ ਵਿੱਚ ਵੁਆਇਸ ਮੈਸਜ ਅਤੇ ਚੈਟ ਦਾ ਰਿਕਾਰਡ ਵੀ ਆਨ ਰਿਕਾਰਡ ਲਿਆਉਣ ਵਿੱਚ ਫੇਲ੍ਹ ਸਾਬਤ ਹੋਈ ਹੈ। ਉਧਰ ਅਦਾਲਤ ਵਲੋਂ ਇਸ ਮਾਮਲੇ ਵਿੱਚ ਬੰਬੀਹਾ ਗਰੁੱਪ ਚਲਾਉਣ ਵਾਲੇ ਲੱਕੀ ਪਟਿਆਲ ਦੀ ਪਤਨੀ ਰੇਨੂੰ ਨੂੰ ਭਗੌੜਾ ਕਰਾਰ ਦੇ ਦਿੱਤਾ ਗਿਆ ਹੈ। ਰੇਨੂੰ ਨਾਂ ਦੀ ਮੁਲਜਮ ਵਲੋਂ ਅਦਾਲਤ ਵਿੱਚੋਂ ਲਗਾਤਾਰ ਗੈਰ ਹਾਜਰ ਰਹਿਣ ਕਾਰਨ ਅਦਾਲਤ ਵਲੋਂ ਉਸ ਦੇ ਗ੍ਰਿਫਤਾਰੀ ਵਾਰੰਟ ਜਾਰੀ ਕੀਤੇ ਗਏ ਸਨ।
ਰੇਨੂੰ ਤੇ ਦੋਸ਼ ਹੈ ਕਿ ਦਿਲਪ੍ਰੀਤ ਬਾਬਾ ਨੇ ਜਦੋਂ ਫਿਰੌਤੀ ਮੰਗਣ ਦੀ ਯੋਜਨਾ ਬਣਾਈ ਸੀ, ਉਸ ਯੋਜਨਾ ਸਮੇਂ ਰੇਨੂੰ ਵੀ ਉਨਾਂ ਦੇ ਨਾਲ ਸੀ। ਰੇਨੂੰ ਉਤਰਾਖੰਡ ਦੀ ਰਹਿਣ ਵਾਲੀ ਹੈ ਅਤੇ ਉਸ ਦਾ ਲੱਕੀ ਨਾਲ ਪ੍ਰੇਮ ਵਿਆਹ ਹੋਇਆ ਦੱਸਿਆ ਜਾ ਰਿਹਾ ਹੈ। ਲੱਕੀ ਇਸ ਸਮੇਂ ਅਰਮੀਨੀਆ ਦੀ ਜੇਲ ਵਿਚ ਦੱਸਿਆ ਜਾ ਰਿਹਾ ਹੈ। ਪੁਲੀਸ ਵਲੋਂ ਇਸ ਮਾਮਲੇ ਵਿੱਚ ਦਿਲਪ੍ਰੀਤ ਬਾਬਾ, ਸੁਖਪ੍ਰੀਤ ਬੁੱਢਾ ਅਤੇ ਰੇਨੂੰ ਵਿਰੁਧ ਧਾਰਾ 387, 506, 201, 120ਬੀ ਦੇ ਤਹਿਤ ਮਾਮਲਾ ਦਰਜ ਕੀਤਾ ਸੀ।
ਗਾਇਕ ਗਿੱਪੀ ਗਰੇਵਾਲ ਦੀ ਸ਼ਿਕਾਇਤ ਤੇ ਦਿਲਪ੍ਰੀਤ ਖਿਲਾਫ ਦਰਜ ਹੋਇਆ ਸੀ ਮਾਮਲਾ
ਜਿਕਰਯੋਗ ਹੈ ਕਿ ਥਾਣਾ ਫੇਜ-8 ਦੀ ਪੁਲੀਸ ਨੇ ਗਾਇਕ ਰੁਪਿੰਦਰ ਸਿੰਘ ਉਰਫ ਗਿੱਪੀ ਗਰੇਵਾਲ ਤੋਂ ਫਿਰੌਤੀ ਮੰਗਣ ਦੀ ਸ਼ਿਕਾਇਤ ਤੋਂ ਬਾਅਦ ਦਿਲਪ੍ਰੀਤ ਬਾਬਾ ਖਿਲਾਫ ਫਿਰੌਤੀ ਲਈ ਧਮਕੀ ਦੇਣ ਦਾ ਮਾਮਲਾ ਦਰਜ ਕੀਤਾ ਸੀ ਅਤੇ ਨਾਲ ਹੀ ਜਿਲਾ ਪੁਲੀਸ ਮੁਖੀ ਵਲੋਂ ਗਿੱਪੀ ਗਰੇਵਾਲ ਨੂੰ ਸੁਰੱਖਿਆ ਵੀ ਮੁਹੱਈਆ ਕਰਵਾਈ ਗਈ ਸੀ। ਇਸ ਮਾਮਲੇ ਵਿੱਚ ਗਿੱਪੀ ਗਰੇਵਾਲ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਸੀ ਕਿ ਦਿਲਪ੍ਰੀਤ ਬਾਬੇ ਨੇ ਉਸ ਨੂੰ ਧਮਕੀ ਦਿੱਤੀ ਸੀ ਕਿ ਜੇਕਰ ਉਸ ਨੇ ਉਸ ਨਾਲ ਗੱਲ ਨਾਲ ਕੀਤੀ ਤਾਂ ਗਿੱਪੀ ਦਾ ਹਾਲ ਪ੍ਰਮੀਸ਼ ਵਰਮਾ ਅਤੇ ਚਮਕੀਲੇ ਵਰਗਾ ਹੋਵੇਗਾ। ਗਿੱਪੀ ਨੇ ਪੁਲੀਸ ਨੂੰ ਉਕਤ ਮੋਬਾਇਲ ਨੰਬਰ ਜਿਸ ਤੋਂ ਧਮਕੀ ਮਿਲੀ ਸੀ, ਵੀ ਦਿੱਤੇ ਸਨ। ਇਸ ਮਾਮਲੇ ਵਿੱਚ ਗੈਂਗਸਟਰ ਸੁਖਪ੍ਰੀਤ ਬੁੱਢਾ ਨੂੰ ਅਰਮੀਨੀਆ ਤੋਂ ਭਾਰਤ ਲਿਆ ਕੇ ਨਾਮਜ਼ਦ ਕੀਤਾ ਗਿਆ ਸੀ।
ਦਿਲਪ੍ਰੀਤ ਬਾਬੇ ਨੇ ਫਿਰੌਤੀ ਲਈ ਧਮਕੀ ਦੇਣ ਤੋਂ ਕੀਤਾ ਸੀ ਇਨਕਾਰ
ਅਖਬਾਰਾਂ ਵਿੱਚ ਗਿੱਪੀ ਗਰੇਵਾਲ ਨੂੰ ਧਮਕੀ ਦੇਣ ਸਬੰਧੀ ਛਪੀਆਂ ਖਬਰਾਂ ਤੋਂ ਬਾਅਦ ਦਿਲਪ੍ਰੀਤ ਬਾਬੇ ਨੇ ਫੇਸਬੁੱਕ ਤੇ ਪੋਸਟ ਪਾ ਕੇ ਗਿੱਪੀ ਗਰੇਵਾਲ ਨੂੰ ਦਿੱਤੀ ਧਮਕੀ ਤੋਂ ਇਨਕਾਰ ਕਰਦਿਆਂ ਕਿਹਾ ਸੀ ਕਿ ਉਸ ਦੀ ਗਿੱਪੀ ਗਰੇਵਾਲ ਨਾਲ ਕਦੇ ਗੱਲ ਹੀ ਨਹੀਂ ਹੋਈ, ਉਸ ਨੇ ਗਿੱਪੀ ਗਰੇਵਾਲ ਦੇ ਮੈਨੇਜਰ ਨੂੰ ਫੋਨ ਕਰਕੇ ਕਿਹਾ ਸੀ ਕਿ ਗਿੱਪੀ ਗਰੇਵਾਲ ਆਪਣੇ ਗਾਣਿਆਂ ਵਿੱਚ ਹਥਿਆਰ ਨਾ ਦਿਖਾਇਆ ਕਰੇ।
Mohali
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਸਬੰਧੀ ਮਹਾਨ ਨਗਰ ਕੀਰਤਨ ਦਾ ਆਯੋਜਨ
ਐਸ ਏ ਐਸ ਨਗਰ, 4 ਦਸੰਬਰ (ਸ.ਬ.) ਗੁਰਦੁਆਰਾ ਤਾਲਮੇਲ ਕਮੇਟੀ ਸਾਹਿਬਜਾਦਾ ਅਜੀਤ ਸਿੰਘ ਨਗਰ ਦੀ ਕੋਰ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਸਬੰਧੀ ਮਹਾਨ ਨਗਰ ਕੀਰਤਨ ਆਯੋਜਿਤ ਕੀਤਾ ਗਿਆ।
ਨਗਰ ਕੀਰਤਨ ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ, ਫੇਜ਼-4, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਤੋਂ ਆਰੰਭ ਹੋ ਕੇ ਬੋਗਨਵਿਲੀਆ ਗਾਰਡਨ ਫੇਜ਼-4 ਤੋਂ ਫੇਜ਼-5 ਦੀ ਮਾਰਕੀਟ, ਬਰਾੜ ਕੇਟਰਿੰਗ, ਮਿਲੇਨਿਯਮ ਸਕੂਲ ਫੇਜ਼-5 ਤੋਂ ਕਨਾਲ ਦੀਆਂ ਕੋਠੀਆਂ ਦੇ ਵਿਚੋਂ ਹੁੰਦਾ ਹੋਇਆ ਚੀਮਾ ਹਸਪਤਾਲ, 3-5 ਦੀਆਂ ਲਾਇਟਾਂ, 3-ਬੀ 2 ਗੁਰਦਆਰਾ ਸਾਚਾ ਧੰਨ, ਫੇਜ਼-7 ਮਾਰਕੀਟ ਦੀਆਂ ਬੱਤੀਆਂ ਵਾਲੇ ਚੌਂਕ ਤੋਂ ਹੁੰਦਾ ਹੋਇਆ ਗੁਰਦੁਆਰਾ ਅੰਬ ਸਾਹਿਬ ਫੇਜ਼-8, ਫੇਜ਼-9 ਦੇ ਗੁਰਦੁਆਰਾ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਸਮਾਪਤ ਹੋਇਆ।
ਗੁਰੂਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਫੇਜ਼ 4 ਦੇ ਪ੍ਰਧਾਨ ਅਮਰਜੀਤ ਸਿੰਘ ਪਾਹਵਾ ਨੇ ਦੱਸਿਆ ਕਿ ਇਹ ਨਗਰ ਕੀਰਤਨ ਜਿਥੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਦੀ ਯਾਦ ਵਿਚ ਕੱਢਿਆ ਜਾ ਰਿਹਾ ਹੈ, ਉਥੇ ਸਿੱਖ ਪੰਥ ਦੇ ਮਹਾਨ ਸ਼ਹੀਦ ਭਾਈ ਮਤੀ ਦਾਸ ਜੀ ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਹੈ।
ਨਗਰ ਕੀਰਤਨ ਦੀ ਸ਼ੋਭਾ ਵਧਾਉਣ ਲਈ ਸਿੱਖ ਅਜਾਇਬਘਰ ਦੀ ਝਾਂਕੀ, ਗਤਕਾ ਪਾਰਟੀ, ਵੱਖ ਵੱਖ ਬੈਂਡ ਪਾਰਟੀਆਂ, ਸਕੂਲੀ ਵਿਦਿਆਰਥੀ ਅਤੇ ਕੀਰਤਨੀ ਜੱਥੇ ਸ਼ਾਮਿਲ ਹੋਏ। ਨਗਰ ਕੀਰਤਨ ਦੇ ਸਵਾਗਤ ਲਈ ਵੱਖ-ਵੱਖ ਥਾਵਾਂ ਤੇ ਸੰਗਤਾਂ ਵੱਲੋਂ ਲੰਗਰ ਦਾ ਆਯੋਜਨ ਵੀ ਕੀਤਾ ਗਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸz. ਜੋਗਿੰਦਰ ਸਿੰਘ ਸੌਂਧੀ, ਸz. ਮਨਜੀਤ ਸਿੰਘ ਮਾਨ, ਸz. ਕਰਮ ਸਿੰਘ ਬਬਰਾ, ਸz. ਪ੍ਰੀਤਮ ਸਿੰਘ, ਸz. ਸੁਰਜੀਤ ਸਿੰਘ ਮਠਾੜੂ, ਸz. ਗੁਰਮੁਖ ਸਿੰਘ ਸੋਹਲ, ਸz. ਗੁਰਵਿੰਦਰ ਸਿੰਘ ਪਿੰਕੀ, ਸz. ਬਲਜਿੰਦਰ ਸਿੰਘ ਬੇਦੀ, ਸz. ਨਿਰਮਲ ਸਿੰਘ, ਸz. ਅਮਰਜੀਤ ਸਿੰਘ ਕੋਹਲੀ, ਸz. ਜਗਦੀਪ ਸਿੰਘ, ਸz. ਹਰਪਾਲ ਸਿੰਘ ਅਰੋੜਾ, ਸz. ਜਸਪਾਲ ਸਿੰਘ ਸੋਢੀ, ਸz. ਆਰ ਪੀ ਸਿੰਘ, ਸz. ਜੋਗਿੰਦਰ ਸਿੰਘ ਜੋਗੀ, ਸz.ਜਗਜੀਤ ਸਿੰਘ, ਸz. ਸਵਿੰਦਰ ਸਿੰਘ, ਕੌਂਸਲਰ ਰੁਪਿੰਦਰ ਕੌਰ ਰੀਨਾ ਅਤੇ ਦਵਿੰਦਰ ਕੌਰ ਵਾਲੀਆ, ਸz. ਪਰਮਜੀਤ ਸਿੰਘ ਗਿਲ, ਸz. ਸੁਰਿੰਦਰ ਸਿੰਘ, ਸz. ਬਲਵਿੰਦਰ ਸਿੰਘ, ਸz. ਹਰਵਿੰਦਰ ਸਿੰਘ, ਸz. ਇੰਦਰਜੀਤ ਸਿੰਘ, ਸz. ਇੰਦਰਪਾਲ ਸਿੰਘ, ਸz. ਸਰਬਜੀਤ ਸਿੰਘ, ਸz. ਮਦਨਜੀਤ ਸਿੰਘ ਅਰੋੜਾ, ਸz. ਮਹਿੰਦਰ ਸਿੰਘ ਕਾਨਪੁਰੀ, ਸz. ਰੁਪਿੰਦਰ ਸਿੰਘ ਚੀਮਾ, ਗੁਰਦਿਆਲ ਸਿੰਘ ਢਿੱਲੋਂ, ਹਰਜੀਤ ਸਿੰਘ ਵਲੋਂ ਵੀ ਹਾਜਰੀ ਲਗਵਾਈ ਗਈ।
Mohali
ਗੁ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਗੁਰਤਾ ਗੁਰਗੱਦੀ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ
ਐਸ ਏ ਐਸ ਨਗਰ, 4 ਦਸੰਬਰ (ਸ.ਬ.) ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਗੁਰਤਾ ਗੁਰਗੱਦੀ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਦਿਨ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ।
ਇਸ ਧਾਰਮਿਕ ਸਮਾਗਮ ਵਿੱਚ ਭਾਈ ਬਲਬੀਰ ਸਿੰਘ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਗੁਰਤਾ ਗੁਰਗੱਦੀ ਦੇਣ ਦੇ ਪੂਰੇ ਪ੍ਰਸੰਗ ਨੂੰ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਸਰਵਨ ਕਰਵਾਇਆ। ਉਨ੍ਹਾਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਉਚਾਰਨ ਦਸਮ ਗ੍ਰੰਥ ਦੀ ਬਾਣੀ ਬਾਰੇ ਵੀ ਸੰਗਤਾਂ ਨੂੰ ਵਿਸਥਾਰ ਸਹਿਤ ਜਾਣੂ ਕਰਵਾਇਆ। ਭਾਈ ਅਮਰਜੀਤ ਸਿੰਘ ਦੇ ਰਾਗੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਸੰਦੀਪ ਸਿੰਘ, ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਕਸ਼ਮੀਰੀ ਪੰਡਤਾਂ ਦੀ ਫਰਿਆਦ ਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਮਹਾਰਾਜ ਵੱਲੋਂ ਬਲੀਦਾਨ ਦੇਣ ਦੇ ਪ੍ਰਸੰਗ ਨੂੰ ਸੰਗਤਾਂ ਵਿਸਥਾਰ ਸਹਿਤ ਜਾਣੂ ਕਰਵਾਇਆ। ਭਾਈ ਜਤਿੰਦਰ ਸਿੰਘ ਦਮਦਮੀ ਟਕਸਾਲ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਖਾਲਸਾ ਪੰਥ ਦੀ ਸਾਜਨਾ ਕਰਨ, ਦੇਸ਼, ਕੌਮ ਅਤੇ ਧਰਮ ਦੀ ਖਾਤਰ ਆਪਨਾ ਸਰਬੰਸ ਵਾਰਨ ਅਤੇ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹਾਨਤਾ ਦਸੱਦੇ ਹੋਏ ਸੰਗਤਾਂ ਨੂੰ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ।
ਇਸ ਤੋਂ ਇਲਾਵਾ ਭਾਈ ਹਰਪ੍ਰੀਤ ਸਿੰਘ, ਭਾਈ ਬਹਾਦਰ ਸਿੰਘ , ਭਾਈ ਗੁਰਦੇਵ ਸਿੰਘ, ਸ਼ੇਰ ਏ ਪੰਜਾਬ ਕਵੀਸ਼ਰੀ ਜੱਥਾ, ਭਾਈ ਮਹਿੰਦਰ ਸਿੰਘ, ਸੁਖਮਨੀ ਸੇਵਾ ਸੋਸਾਇਟੀ ਦੀਆਂ ਬੀਬੀਆਂ ਦੇ ਜਥਿਆਂ ਤੋਂ ਇਲਾਵਾ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਜੱਥੇ ਭਾਈ ਨਿਤਿੰਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ।
ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੀ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਆਉਣ ਵਾਲੀ 6 ਦਸੰਬਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਇਸ ਦਿਨ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।
-
Mohali1 month ago
ਪਿੰਡ ਮੌਲੀ ਵੈਦਵਾਨ ਦੇ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੂੰ ਕਾਪੀ ਤੇ ਪੈਨਸਲਾਂ ਵੰਡੀਆਂ
-
Mohali1 month ago
ਰਾਜ ਪੱਧਰੀ ਕ੍ਰਿਕਟ ਮੁਕਾਬਲਿਆਂ ਦੌਰਾਨ ਐਸ ਏ ਐਸ ਨਗਰ ਦੀ ਟੀਮ ਵੱਲੋਂ ਜੇਤੂ ਸ਼ੁਰੂਆਤ
-
National2 months ago
ਜਨਮ ਦਿਨ ਮੌਕੇ ਸਿਲੰਡਰ ਫਟਣ ਕਾਰਨ ਦਾਦਾ-ਦਾਦੀ ਅਤੇ ਪੋਤੇ ਦੀ ਮੌਤ
-
National2 months ago
ਸੁਪਰੀਮ ਕੋਰਟ ਦੇ ਨਵੇਂ ਚੀਫ ਜਸਟਿਸ ਹੋਣਗੇ ਸੰਜੀਵ ਖੰਨਾ
-
Mohali1 month ago
29 ਅਕਤੂਬਰ ਤੋਂ ਸ਼ੁਰੂ ਹੋਵੇਗਾ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਸੰਬੰਧੀ ਪ੍ਰੋਗਰਾਮ
-
Horscope1 month ago
ਇਸ ਹਫਤੇ ਦਾ ਤੁਹਾਡਾ ਰਾਸ਼ੀਫਲ
-
Mohali1 month ago
ਫੈਂਸ ਨਾਲ ਰੂਬਰੂ ਹੋਏ ਸੂਫੀ ਗਾਇਕ ਸਤਿੰਦਰ ਸਰਤਾਜ
-
Chandigarh1 month ago
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ