National
ਸੁਪਰੀਮ ਕੋਰਟ ਵਿੱਚ ਪੰਜਾਬ ਸਰਕਾਰ ਦੇ ਵਕੀਲ ਨੇ ਡੱਲੇਵਾਲ ਦੀ ਸਿਹਤ ਨਾਲ ਸੰਬੰਧਿਤ ਤਾਜਾ ਰਿਪੋਰਟ ਪੇਸ਼ ਕੀਤੀ
ਮਰਨ ਵਰਤ ਦੇ 25ਵੇਂ ਦਿਨ ਡੱਲੇਵਾਲ ਨੇ ਸੁਪਰੀਮ ਕੋਰਟ ਨੂੰ ਲਿਖੀ ਚਿੱਠੀ
ਨਵੀਂ ਦਿੱਲੀ, 20 ਦਸੰਬਰ (ਸ.ਬ.) ਪਿਛਲੇ 25 ਦਿਨਾਂ ਤੋਂ ਮਰਨ ਵਰਤ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਅੱਜ ਲਗਾਤਾਰ ਤੀਜੇ ਦਿਨ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ ਜਿਸ ਦੌਰਾਨ ਪੰਜਾਬ ਸਰਕਾਰ ਦੇ ਵਕੀਲ ਨੇ ਡੱਲੇਵਾਲ ਦੀ ਸਿਹਤ ਨਾਲ ਸੰਬੰਧਿਤ ਅੱਪਡੇਟ ਰਿਪੋਰਟ ਅਦਾਲਤ ਵਿਚ ਪੇਸ਼ ਕੀਤੀ। ਪੰਜਾਬ ਸਰਕਾਰ ਦੇ ਐਡਵੋਕੇਟ ਜਨਰਲ ਨੇ ਅਦਾਲਤ ਨੂੰ ਦੱਸਿਆ ਕਿ ਬੀਤੇ ਕੱਲ੍ਹ ਉਹਨਾਂ ਨੇ ਡੱਲੇਵਾਲ ਦੇ ਸਾਰੇ ਟੈਸਟ ਕਰਵਾਏ ਸਨ। ਈ. ਸੀ. ਜੀ. ਨਾਰਮਲ ਸੀ, ਖੂਨ ਦੇ ਨਮੂਨੇ ਵੀ ਲਏ ਗਏ ਸਨ। ਸਰਕਾਰੀ ਵਕੀਲ ਨੇ ਕਿਹਾ ਕਿ ਅਸੀਂ ਖੂਨ ਦੇ ਨਮੂਨਿਆਂ ਦੇ ਕਰੀਬ 20 ਟੈਸਟ ਕੀਤੇ। ਇਸ ਤੇ ਅਦਾਲਤ ਨੇ ਪੁੱਛਿਆ ਕਿ ਕਿਹੜਾ ਹਿੱਸਾ ਅਸਾਧਾਰਨ ਸੀ? ਸਰਕਾਰੀ ਵਕੀਲ ਨੇ ਕਿਹਾ ਕਿ ਕ੍ਰੀਏਟੀਨਾਈਨ ਥੋੜ੍ਹਾ ਵੱਧ ਗਿਆ ਹੈ। ਯੂਰਿਕ ਐਸਿਡ ਜ਼ਿਆਦਾ ਹੈ, ਜਿਸ ਲਈ ਦਵਾਈ ਦੀ ਲੋੜ ਹੈ, ਪਰ ਉਨ੍ਹਾਂ ਨੇ ਇਨਕਾਰ ਕਰ ਦਿੱਤਾ ਹੈ।
ਸੁਪਰੀਮ ਕੋਰਟ ਨੇ ਡੱਲੇਵਾਲ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ ਤੇ ਨਾਲ ਹੀ ਕਿਹਾ ਕਿ ਡੱਲੇਵਾਲ ਨੂੰ, ਜੋ ਅਸਥਾਈ ਹਸਪਤਾਲ ਬਣਾਇਆ ਗਿਆ ਹੈ, ਉਸ ਵਿਚ ਹੀ ਸ਼ਿਫ਼ਟ ਕਰ ਦਿੱਤਾ ਜਾਵੇ। ਅਦਾਲਤ ਨੇ ਹੁਕਮ ਦਿੱਤਾ ਹੈ ਕਿ ਇਸ ਸੰਬੰਧੀ ਹਲਫ਼ਨਾਮਾ ਦਾਖ਼ਲ ਕੀਤਾ ਜਾਵੇ ਕਿ ਡੱਲੇਵਾਲ ਨੂੰ ਹਸਪਤਾਲ ਵਿਚ ਸ਼ਿਫ਼ਟ ਕੀਤਾ ਗਿਆ ਹੈ। ਐਡਵੋਕੇਟ ਜਨਰਲ ਨੇ ਕਿਹਾ ਕਿ ਡੀ. ਜੀ. ਤੇ ਮੁੱਖ ਸਕੱਤਰ ਪੰਜਾਬ ਇਸ ਸੰਬੰਧੀ ਆਪਣਾ ਹਲਫ਼ਨਾਮਾ ਦਾਇਰ ਕਰਨਗੇ।
ਇਸ ਦੌਰਾਨ ਮਰਨ ਵਰਤ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਅੱਜ ਸੁਪਰੀਮ ਕੋਰਟ ਨੂੰ ਇਕ ਚਿੱਠੀ ਲਿਖੀ ਹੈ। ਚਿੱਠੀ ਵਿੱਚ ਉਨ੍ਹਾਂ ਲਿਖਿਆ ਹੈ ਕਿ, ਅੱਜ ਮੇਰੇ ਮਰਨ ਵਰਤ ਦਾ 25ਵਾਂ ਦਿਨ ਹੈ। ਮੈਨੂੰ ਖ਼ਬਰਾਂ ਤੋਂ ਪਤਾ ਲੱਗਾ ਕਿ ਤੁਸੀਂ ਮੇਰੀ ਸਿਹਤ ਬਾਰੇ ਬਹੁਤ ਚਿੰਤਤ ਹੋ, ਮੈਂ ਤੁਹਾਡੀ ਭਾਵਨਾ ਦਾ ਸਤਿਕਾਰ ਕਰਦਾ ਹਾਂ। ਉਹਨਾਂ ਲਿਖਿਆ ਹੈ ਕਿ ਸਰਕਾਰਾਂ ਦੀਆਂ ਗ਼ਲਤ ਨੀਤੀਆਂ ਕਾਰਨ ਖ਼ੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ ਦੀ ਜਾਨ ਮੇਰੀ ਜਾਨ ਤੋਂ ਵੀ ਵਧ ਅਹਿਮ ਹੈ। ਪਹਿਲਾਂ ਸਿਰਫ਼ ਕਿਸਾਨ ਅਤੇ ਖੇਤ ਮਜ਼ਦੂਰ ਹੀ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਕਾਨੂੰਨ ਦੀ ਮੰਗ ਕਰ ਰਹੇ ਸਨ, ਪਰ ਹੁਣ ਖੇਤੀਬਾੜੀ ਦੇ ਵਿਸ਼ੇ ਤੇ ਸੰਸਦ ਦੀ ਸਥਾਈ ਕਮੇਟੀ ਨੇ ਵੀ ਅਪਣੀ ਰਿਪੋਰਟ (ਪਹਿਲੀ ਜਿਲਦ, ਅੰਕ 7, ਪੰਨਾ 54) ਵਿੱਚ ਸਪੱਸ਼ਟ ਕੀਤਾ ਹੈ ਕਿ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਕਾਨੂੰਨ ਬਣਾਇਆ ਜਾਣਾ ਚਾਹੀਦਾ ਹੈ ਅਤੇ ਇਸ ਰਾਹੀਂ ਕਿਸਾਨਾਂ, ਪਿੰਡਾਂ ਅਤੇ ਦੇਸ਼ ਦੀ ਅਰਥਵਿਵਸਥਾ ਨੂੰ ਬਹੁਤ ਫ਼ਾਇਦਾ ਹੋਵੇਗਾ।
ਪੱਤਰ ਵਿੱਚ ਉਹਨਾਂ ਮੰਗ ਕੀਤੀ ਹੈ ਕਿ ਸੰਸਦੀ ਕਮੇਟੀ ਦੀ ਰਿਪੋਰਟ ਅਤੇ ਕਿਸਾਨਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੇ ਹੋਏ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਕਾਨੂੰਨ ਬਣਾਉਣ ਲਈ ਕੇਂਦਰ ਸਰਕਾਰ ਨੂੰ ਲੋੜੀਂਦੇ ਨਿਰਦੇਸ਼ ਦਿੱਤੇ ਜਾਣ ਤਾਂ ਜੋ ਕਿਸਾਨਾਂ ਦੀਆਂ ਖੁਦਕੁਸ਼ੀਆਂ ਨੂੰ ਰੋਕਿਆ ਜਾ ਸਕੇ।
ਉਨ੍ਹਾਂ ਲਿਖਿਆ ਹੈ ਕਿ 2011 ਵਿੱਚ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੁਜਰਾਤ ਦੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਦੇ ਹੋਏ ਖਪਤਕਾਰ ਮਾਮਲਿਆਂ ਦੀ ਕਮੇਟੀ ਦੇ ਚੇਅਰਮੈਨ ਸਨ ਤਾਂ ਉਨ੍ਹਾਂ ਨੇ ਤਤਕਾਲੀ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨੂੰ ਰਿਪੋਰਟ ਭੇਜ ਕੇ ਕਿਹਾ ਸੀ ਕਿ ਕਿਸੇ ਵੀ ਵਪਾਰੀ ਵਲੋਂ ਕਿਸੇ ਵੀ ਕਿਸਾਨ ਦੀ ਫ਼ਸਲ ਸਰਕਾਰ ਦੁਆਰਾ ਨਿਰਧਾਰਤ ਐਮ. ਐਸ. ਪੀ. ਤੋਂ ਘੱਟ ਨਹੀਂ ਖ਼ਰੀਦੀ ਜਾਣੀ ਚਾਹੀਦੀ ਅਤੇ ਇਸ ਲਈ ਕਾਨੂੰਨ ਬਣਾਇਆ ਜਾਣਾ ਚਾਹੀਦਾ ਹੈ ਪਰ 2014 ਵਿਚ ਸੱਤਾ ਵਿੱਚ ਆਉਣ ਤੋਂ ਬਾਅਦ, ਪੀਐਮ ਮੋਦੀ ਨੇ ਖ਼ੁਦ ਦੀਆਂ ਸਿਫ਼ਾਰਸ਼ਾਂ ਲਾਗੂ ਨਹੀਂ ਕੀਤੀਆਂ।
ਉਨ੍ਹਾਂ ਕਿਹਾ ਕਿ ਕਿਸਾਨ ਦੀਆਂ ਖ਼ੁਦਕੁਸ਼ੀਆਂ ਰੋਕਣ ਲਈ ਬਣਾਏ ਗਏ ਡਾ: ਸਵਾਮੀਨਾਥਨ ਕਮਿਸ਼ਨ ਨੇ 2006 ਵਿੱਚ ਅਪਣੀ ਰਿਪੋਰਟ ਦਿਤੀ ਸੀ। 2014 ਤਕ ਸੱਤਾ ਵਿੱਚ ਰਹੀ ਯੂ.ਪੀ.ਏ. ਸਰਕਾਰ ਨੇ ਰਿਪੋਰਟ ਲਾਗੂ ਨਹੀਂ ਕੀਤੀ। 2014 ਦੀਆਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਨਰਿੰਦਰ ਮੋਦੀ ਨੇ ਵਾਅਦਾ ਕੀਤਾ ਸੀ ਕਿ ਪ੍ਰਧਾਨ ਮੰਤਰੀ ਬਣਨ ਤੇ ਉਹ ਸਵਾਮੀਨਾਥਨ ਕਮਿਸ਼ਨ 32+50 ਫੀਸਦੀ ਫ਼ਾਰਮੂਲੇ ਅਨੁਸਾਰ ਫ਼ਸਲਾਂ ਤੇ ਐਮਐਸਪੀ ਤੈਅ ਕਰਨਗੇ ਪਰੰਤੂ ਸੱਤਾ ਵਿੱਚ ਆਉਣ ਤੋਂ ਬਾਅਦ 2015 ਵਿੱਚ ਸੁਪਰੀਮ ਕੋਰਟ ਵਿੱਚ ਸੁਣਵਾਈ ਦੌਰਾਨ ਕੇਂਦਰ ਸਰਕਾਰ ਨੇ ਹਲਫ਼ਨਾਮਾ ਦੇ ਕੇ ਕਿਹਾ ਕਿ ਉਹ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਨਹੀਂ ਕਰ ਸਕਦੀ।
ਉਨ੍ਹਾਂ ਲਿਖਿਆ ਹੈ ਕਿ 2020-2021 ਵਿਚ 378 ਦਿਨਾਂ ਤਕ ਚੱਲੇ ਅੰਦੋਲਨ ਨੂੰ ਮੁਅੱਤਲ ਕਰਦੇ ਸਮੇਂ 9 ਦਸੰਬਰ 2021 ਨੂੰ ਖੇਤੀਬਾੜੀ ਮੰਤਰਾਲੇ ਵਲੋਂ ਇਕ ਪੱਤਰ ਸੌਂਪਿਆ ਗਿਆ ਸੀ ਜਿਸ ਵਿਚ ਹਰ ਕਿਸਾਨ ਲਈ ਘੱਟੋ ਘੱਟ ਸਮਰਥਨ ਮੁੱਲ ਯਕੀਨੀ ਬਣਾਉਣ, ਖੇਤੀ ਦੇ ਕੰਮਾਂ ਨੂੰ ਪ੍ਰਦੂਸ਼ਣ ਕਾਨੂੰਨ ਤੋਂ ਬਾਹਰ ਕੱਢਣ, ਲਖੀਮਪੁਰ ਖੇੜੀ ਦੇ ਜ਼ਖ਼ਮੀਆਂ ਨੂੰ ਮੁਆਵਜ਼ਾ ਦੇਣ, ਬਿਜਲੀ ਬਿਲ ਸੰਸਦ ਵਿਚ ਪੇਸ਼ ਕਰਨ ਤੋਂ ਪਹਿਲਾਂ ਕਿਸਾਨਾਂ ਨਾਲ ਵਿਚਾਰ ਵਟਾਂਦਰਾ ਕਰਨ ਅਤੇ ਅੰਦੋਲਨਕਾਰੀ ਕਿਸਾਨਾਂ ਵਿਰੁਧ ਦਰਜ ਕੇਸ ਵਾਪਸ ਲੈਣ ਸਮੇਤ ਕਈ ਲਿਖਤੀ ਵਾਅਦੇ ਕੀਤੇ ਗਏ ਸਨ, ਜੋ ਅੱਜ ਤਕ ਪੂਰੇ ਨਹੀਂ ਹੋਏ।
National
ਸੀ ਬੀ ਆਈ ਜਾਂਚ ਖ਼ਿਲਾਫ਼ ਪੰਜਾਬ ਸਰਕਾਰ ਦੀ ਪਟੀਸ਼ਨ ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦੇ ਜਸਟਿਸ ਸ਼ੀਲ ਨਾਗੂ ਨੇ ਖੁਦ ਨੂੰ ਵੱਖ ਕੀਤਾ
ਨਵੀਂ ਦਿੱਲੀ, 9 ਅਕਤੂਬਰ (ਸ.ਬ.) ਸੁਪਰੀਮ ਕੋਰਟ ਦੇ ਜੱਜ ਜਸਟਿਸ ਸ਼ੀਲ ਨਾਗੂ ਨੇ ਅੱਜ ‘ਆਪ’ ਅਗਵਾਈ ਵਾਲੀ ਸਰਕਾਰ ਨਾਲ ਜੁੜੇ ਵਿਅਕਤੀਆਂ ਵਿਰੁੱਧ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਕਰਨ ਅਤੇ ਦੋ ਮਹੀਨਿਆਂ ਦੇ ਅੰਦਰ ਰਿਪੋਰਟ ਦਾਖ਼ਲ ਕਰਨ ਦੇ ਸੀ ਬੀ ਆਈ ਨੂੰ ਹਾਈ ਕੋਰਟ ਦੇ ਨਿਰਦੇਸ਼ ਤੇ ਰੋਕ ਲਗਾਉਣ ਦੀ ਮੰਗ ਕਰਨ ਵਾਲੀ ਪੰਜਾਬ ਸਰਕਾਰ ਦੀ ਪਟੀਸ਼ਨ ਦੀ ਸੁਣਵਾਈ ਤੋਂ ਆਪਣੇ ਆਪ ਨੂੰ ਵੱਖ ਕਰ ਲਿਆ ਹੈ।
ਸੁਪਰੀਮ ਕੋਰਟ ਵਿੱਚ ਆਪਣੀ ਤਰੱਕੀ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਵਜੋਂ ਆਪਣੇ ਕਾਰਜਕਾਲ ਦੌਰਾਨ ਜਸਟਿਸ ਨਾਗੂ ਨੇ ‘ਆਪ’ ਅਗਵਾਈ ਵਾਲੀ ਪੰਜਾਬ ਸਰਕਾਰ ਨਾਲ ਜੁੜੇ ਕੇਸਾਂ ਦੀ ਲਗਾਤਾਰ ਸੁਣਵਾਈ ਕੀਤੀ ਸੀ।
National
ਮੋਟਰਸਾਈਕਲ ਸਵਾਰ ਬਦਮਾਸ਼ਾਂ ਵੱਲੋਂ ਸਕੂਲ ਜਾ ਰਹੇ 9ਵੀਂ ਦੇ ਵਿਦਿਆਰਥੀ ਤੇ ਗੋਲੀਬਾਰੀ
ਸਾਸਾਰਾਮ, 9 ਅਕਤੂਬਰ (ਸ.ਬ.) ਰੋਹਤਾਸ ਜ਼ਿਲ੍ਹੇ ਵਿੱਚ ਅੱਜ ਸਵੇਰੇ ਸਕੂਲ ਜਾਣ ਲਈ ਘਰੋਂ ਨਿਕਲੇ ਨੌਵੀਂ ਜਮਾਤ ਦੇ ਇੱਕ ਵਿਦਿਆਰਥੀ ਨੂੰ ਗੋਲੀ ਮਾਰ ਦਿੱਤੀ ਗਈ। ਇਹ ਘਟਨਾ ਕੱਛਵਾਂ ਥਾਣਾ ਖੇਤਰ ਦੇ ਕੈਥੀ ਪਿੰਡ ਦੇ ਜਾਗੂ ਟੋਲਾ ਬੱਸ ਸਟੈਂਡ ਦੇ ਨੇੜੇ ਵਾਪਰੀ। ਬਾਈਕ ਸਵਾਰ ਦੋ ਅਣਪਛਾਤੇ ਅਪਰਾਧੀਆਂ ਨੇ ਵਿਦਿਆਰਥੀ ਤੇ ਫਾਇਰਿੰਗ ਕੀਤੀ ਅਤੇ ਵਾਰਦਾਤ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ।
ਜ਼ਖਮੀ ਵਿਦਿਆਰਥੀ ਦੀ ਪਛਾਣ ਕੈਥੀ ਪਿੰਡ ਦੇ ਰਹਿਣ ਵਾਲਾ 15 ਸਾਲਾ ਆਸ਼ੀਸ਼ ਕੁਮਾਰ ਵਜੋਂ ਹੋਈ ਹੈ। ਉਹ ਔਰੰਗਾਬਾਦ ਜ਼ਿਲ੍ਹੇ ਦੇ ਦਾਉਦਨਗਰ ਸਥਿਤ ਗਿਆਨ ਗੰਗਾ ਇੰਟਰ ਸਕੂਲ ਵਿੱਚ ਨੌਵੀਂ ਜਮਾਤ ਵਿੱਚ ਪੜ੍ਹਦਾ ਹੈ। ਗੋਲੀ ਲੱਗਣ ਤੋਂ ਬਾਅਦ ਉਸ ਨੂੰ ਇਲਾਜ ਲਈ ਆਰਾ ਸ਼ਹਿਰ ਦੇ ਮਹਾਵੀਰ ਟੋਲਾ ਸਥਿਤ ਮੇਡਿਕਾਨ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਕਰੀਬ 5:55 ਵਜੇ ਆਸ਼ੀਸ਼ ਕੁਮਾਰ ਸਕੂਲ ਜਾਣ ਲਈ ਘਰੋਂ ਨਿਕਲਿਆ ਸੀ। ਉਹ ਆਪਣੇ ਘਰ ਤੋਂ ਲਗਭਗ 800 ਮੀਟਰ ਦੂਰ ਕੈਥੀ ਦੇ ਜਾਗੂ ਟੋਲਾ ਸਥਿਤ ਬੱਸ ਸਟੈਂਡ ਕੋਲ ਬੱਸ ਫੜਨ ਦੇ ਇੰਤਜ਼ਾਰ ਵਿੱਚ ਖੜ੍ਹਾ ਸੀ।
ਇਸੇ ਦੌਰਾਨ ਅਪਾਚੇ ਬਾਈਕ ਤੇ ਸਵਾਰ ਹੋ ਕੇ ਦੋ ਅਣਪਛਾਤੇ ਅਪਰਾਧੀ ਉੱਥੇ ਪਹੁੰਚੇ। ਇਸ ਤੋਂ ਪਹਿਲਾਂ ਕਿ ਵਿਦਿਆਰਥੀ ਕੁਝ ਸਮਝ ਪਾਉਂਦਾ, ਹਮਲਾਵਰਾਂ ਨੇ ਉਸ ਤੇ ਗੋਲੀ ਚਲਾ ਦਿੱਤੀ। ਘਟਨਾ ਦੇ ਸਬੰਧ ਵਿੱਚ ਕੁੱਲ ਤਿੰਨ ਰਾਊਂਡ ਫਾਇਰਿੰਗ ਕੀਤੇ ਜਾਣ ਦੀ ਗੱਲ ਸਾਹਮਣੇ ਆਈ ਹੈ। ਗੋਲੀ ਵਿਦਿਆਰਥੀ ਦੀ ਖੱਬੀ ਛਾਤੀ ਦੇ ਕੋਲ ਲੱਗੀ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਵੇਂ ਹਮਲਾਵਰ ਬਾਈਕ ਤੇ ਫਰਾਰ ਹੋ ਗਏ।
ਸਵੇਰੇ-ਸਵੇਰੇ ਸਕੂਲ ਜਾਣ ਦੌਰਾਨ ਵਿਦਿਆਰਥੀ ਨੂੰ ਗੋਲੀ ਮਾਰੇ ਜਾਣ ਦੀ ਘਟਨਾ ਤੋਂ ਇਲਾਕੇ ਵਿੱਚ ਚਿੰਤਾ ਦਾ ਮਾਹੌਲ ਹੈ। ਹਾਲਾਂਕਿ, ਹਮਲਾਵਰਾਂ ਨੇ ਇਸ ਵਾਰਦਾਤ ਨੂੰ ਕਿਉਂ ਅੰਜਾਮ ਦਿੱਤਾ, ਇਸ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ।
ਗੋਲੀ ਲੱਗਣ ਨਾਲ ਜ਼ਖਮੀ ਆਸ਼ੀਸ਼ ਨੂੰ ਇਲਾਜ ਲਈ ਆਰਾ ਲਿਆਂਦਾ ਗਿਆ, ਜਿੱਥੇ ਮਹਾਵੀਰ ਟੋਲਾ ਸਥਿਤ ਮੇਡਿਕਾਨ ਹਸਪਤਾਲ ਵਿੱਚ ਉਸ ਦਾ ਇਲਾਜ ਜਾਰੀ ਹੈ। ਮਿਲੀ ਜਾਣਕਾਰੀ ਅਨੁਸਾਰ, ਗੋਲੀ ਸਰੀਰ ਦੇ ਆਰ-ਪਾਰ ਹੋ ਗਈ ਹੈ।
ਘਟਨਾ ਤੋਂ ਬਾਅਦ ਵਿਦਿਆਰਥੀ ਦੇ ਪਰਿਵਾਰਕ ਮੈਂਬਰ ਚਿੰਤਤ ਹਨ। ਫਿਲਹਾਲ ਉਸਦੀ ਸਿਹਤ ਦੀ ਸਥਿਤੀ ਨੂੰ ਲੈ ਕੇ ਵਿਸਤ੍ਰਿਤ ਅਧਿਕਾਰਤ ਜਾਣਕਾਰੀ ਸਾਹਮਣੇ ਆਉਣ ਦਾ ਇੰਤਜ਼ਾਰ ਹੈ।
ਵਿਦਿਆਰਥੀ ਨੂੰ ਗੋਲੀ ਮਾਰਨ ਦੇ ਪਿੱਛੇ ਦਾ ਕਾਰਨ ਅਜੇ ਸਾਹਮਣੇ ਨਹੀਂ ਆਇਆ ਹੈ। ਪੁਲੀਸ ਦੀ ਜਾਂਚ ਵਿੱਚ ਕਰੀਬੀ ਲੋਕਾਂ ਦੀ ਭੂਮਿਕਾ ਸਮੇਤ ਵੱਖ-ਵੱਖ ਪਹਿਲੂਆਂ ਤੇ ਸ਼ੱਕ ਜਤਾਏ ਜਾਣ ਦੀ ਗੱਲ ਕਹੀ ਗਈ ਹੈ ਪਰ ਕਿਸੇ ਦੀ ਸ਼ਮੂਲੀਅਤ ਦੀ ਪੁਸ਼ਟੀ ਨਹੀਂ ਹੋਈ ਹੈ।
ਹਮਲਾਵਰਾਂ ਦੀ ਪਛਾਣ ਅਤੇ ਘਟਨਾ ਦੇ ਅਸਲ ਕਾਰਨ ਦਾ ਪਤਾ ਲਗਾਉਣ ਲਈ ਪੁਲੀਸ ਦੀ ਜਾਂਚ ਅਹਿਮ ਹੋਵੇਗੀ। ਮਾਮਲੇ ਵਿੱਚ ਅੱਗੇ ਦੀ ਜਾਣਕਾਰੀ ਅਧਿਕਾਰਤ ਜਾਂਚ ਦੇ ਸਿੱਟਿਆਂ ਤੋਂ ਬਾਅਦ ਹੀ ਸਪੱਸ਼ਟ ਹੋ ਸਕੇਗੀ।
National
ਸ੍ਰੀ ਹੇਮਕੁੰਡ ਸਾਹਿਬ ਯਾਤਰਾ ਦੀ ਸਮਾਪਤੀ ਤੋਂ ਪਹਿਲਾਂ ਮੁੜ ਭਾਰੀ ਬਰਫਬਾਰੀ
ਦੇਹਰਾਦੂਨ, 9 ਅਕਤੂਬਰ (ਸ.ਬ.) ਉੱਚ ਹਿਮਾਲਿਆ ਖੇਤਰ ਵਿੱਚ ਸਥਿਤ ਸ੍ਰੀ ਹੇਮਕੁੰਡ ਸਾਹਿਬ ਵਿੱਚ ਸੀਜ਼ਨ ਦੀ ਤੀਜੀ ਬਰਫ਼ਬਾਰੀ ਹੋਈ ਹੈ। ਇਹ ਬਰਫ਼ਬਾਰੀ ਬੀਤੀ ਦੇਰ ਰਾਤ ਮੌਸਮ ਵਿੱਚ ਅਚਾਨਕ ਬਦਲਾਅ ਤੋਂ ਬਾਅਦ ਹੋਈ। ਮੌਸਮ ਵਿੱਚ ਬਦਲਾਅ ਨੇ ਠੰਢ ਵੀ ਵਧਾ ਦਿੱਤੀ ਹੈ। ਸ੍ਰੀ ਹੇਮਕੁੰਡ ਸਾਹਿਬ ਵਿੱਚ ਬਰਫ਼ਬਾਰੀ ਅਜਿਹੇ ਸਮੇਂ ਹੋਈ ਹੈ ਜਦੋਂ ਤੀਰਥ ਯਾਤਰਾ ਦਾ ਸੀਜ਼ਨ ਆਪਣੇ ਅੰਤ ਦੇ ਨੇੜੇ ਹੈ।
ਇਸ ਮੌਸਮ ਵਿੱਚ ਸ੍ਰੀ ਹੇਮਕੁੰਟ ਸਾਹਿਬ ਵਿੱਚ ਪਹਿਲਾਂ ਹੀ ਤਿੰਨ ਵਾਰ ਬਰਫ਼ਬਾਰੀ ਹੋ ਚੁੱਕੀ ਹੈ। ਬੀਤੀ ਦੇਰ ਰਾਤ ਹੋਈ ਹਾਲੀਆ ਬਰਫ਼ਬਾਰੀ ਨੇ ਇੱਕ ਵਾਰ ਫਿਰ ਠੰਡੇ ਮੌਸਮ ਦੇ ਪ੍ਰਭਾਵਾਂ ਨੂੰ ਸਾਹਮਣੇ ਲਿਆਂਦਾ।
ਇਸ ਸਾਲ ਦੀ ਯਾਤਰਾ ਦੇ ਅੰਤ ਦੇ ਨਾਲ ਹੇਮਕੁੰਟ ਸਾਹਿਬ ਦੇ ਦਰਵਾਜ਼ੇ ਭਲਕੇ 10 ਅਕਤੂਬਰ ਨੂੰ ਬੰਦ ਹੋਣ ਵਾਲੇ ਹਨ। ਸਮਾਪਤੀ ਤੋਂ ਪਹਿਲਾਂ ਹੋਈ ਬਰਫ਼ਬਾਰੀ ਨੇ ਠੰਢ ਵਧਾ ਦਿੱਤੀ ਹੈ। ਇਹ ਸ਼ਰਧਾਲੂਆਂ ਲਈ ਯਾਤਰਾ ਸੀਜ਼ਨ ਦਾ ਆਖਰੀ ਪੜਾਅ ਹੈ।
ਦੋ ਦਿਨਾਂ ਤੋਂ ਲਗਾਤਾਰ ਮੀਂਹ ਅਤੇ ਤੂਫ਼ਾਨ ਦਾ ਸਿੱਧਾ ਅਸਰ ਤਾਪਮਾਨ ਤੇ ਪਿਆ ਹੈ। ਹਾਲਾਂਕਿ ਬੀਤੇ ਦਿਟ ਮੌਸਮ ਖੁਸ਼ਕ ਰਿਹਾ, ਪਰ ਤਾਪਮਾਨ ਵਿੱਚ ਗਿਰਾਵਟ ਆਈ। ਪਹਾੜਾਂ ਵਿੱਚ ਤਾਪਮਾਨ ਵਿੱਚ ਗਿਰਾਵਟ ਨਾਲ ਠੰਢ ਵਧ ਗਈ, ਜਦੋਂ ਕਿ ਮੈਦਾਨੀ ਇਲਾਕੇ ਸੁਹਾਵਣੇ ਰਹੇ। ਇਸ ਦੌਰਾਨ ਅੱਜ ਰਾਜ ਦੇ ਪਹਾੜੀ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਉਮੀਦ ਹੈ।
ਮੌਸਮ ਵਿਗਿਆਨ ਕੇਂਦਰ ਵੱਲੋਂ ਜਾਰੀ ਭਵਿੱਖਬਾਣੀ ਅਨੁਸਾਰ ਦੇਹਰਾਦੂਨ, ਨੈਨੀਤਾਲ ਅਤੇ ਪਿਥੌਰਾਗੜ੍ਹ ਜ਼ਿਲ੍ਹਿਆਂ ਦੇ ਕੁਝ ਹਿੱਸਿਆਂ ਵਿੱਚ ਭਾਰੀ ਮੀਂਹ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਹੋਰ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ-ਨਾਲ ਗਰਜ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਆਉਣ ਵਾਲੇ ਦਿਨਾਂ ਦੀ ਗੱਲ ਕਰੀਏ ਤਾਂ 14 ਅਕਤੂਬਰ ਤੱਕ ਸੂਬੇ ਭਰ ਵਿੱਚ ਮੌਸਮ ਦੇ ਹਾਲਾਤ ਇਸੇ ਤਰ੍ਹਾਂ ਰਹਿਣਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਸੀ.ਈ.ਓ. ਭਾਈ ਸੇਵਾ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਅਤੇ ਇਸ ਦੇ ਆਲੇ-ਦੁਆਲੇ ਉੱਚੀਆਂ ਪਹਾੜੀਆਂ ਤੇ ਭਾਰੀ ਬਰਫ਼ਬਾਰੀ ਹੋਈ ਹੈ, ਜਿਸ ਨਾਲ ਗੁਰਦੁਆਰਾ ਸਾਹਿਬ ਅਤੇ ਇਸ ਦੇ ਆਲੇ-ਦੁਆਲੇ ਬਰਫ਼ ਦੀ ਚਿੱਟੀ ਚਾਦਰ ਵਿਛ ਗਈ ਹੈ। ਇਸ ਦੌਰਾਨ ਬਰਫ਼ ਨੂੰ ਹਟਾਉਣ ਵਾਸਤੇ ਮਸ਼ੀਨਾਂ ਦੀ ਵਰਤੋਂ ਕਰਨੀ ਪਈ ਹੈ ਤਾਂ ਜੋ ਸ਼ਰਧਾਲੂਆਂ ਦੀ ਸਹੂਲਤ ਲਈ ਰਸਤਾ ਬਣਿਆ ਰਹੇ। ਉਨ੍ਹਾਂ ਦੱਸਿਆ ਕਿ ਅੱਜ ਮੌਸਮ ਸਾਫ਼ ਹੈ।
ਇਹ ਸਾਲਾਨਾ ਯਾਤਰਾ ਇਸ ਸਾਲ 20 ਮਈ ਨੂੰ ਆਰੰਭ ਹੋਈ ਸੀ ਅਤੇ ਹੁਣ ਤੱਕ ਲਗਭਗ ਪੌਣੇ ਚਾਰ ਲੱਖ ਸ਼ਰਧਾਲੂ ਇਸ ਯਾਤਰਾ ਦੌਰਾਨ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਨਤਮਸਤਕ ਹੋ ਚੁੱਕੇ ਹਨ। ਯਾਤਰਾ ਦੀ ਸਮਾਪਤੀ ਭਲਕੇ 10 ਅਕਤੂਬਰ ਨੂੰ ਹੋਵੇਗੀ। ਪ੍ਰਬੰਧਕ ਕਮੇਟੀ ਵੱਲੋਂ ਇਸ ਸਬੰਧੀ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
ਪ੍ਰਬੰਧਕਾਂ ਨੇ ਦੱਸਿਆ ਕਿ ਕੱਲ੍ਹ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਸਵੇਰੇ 10 ਵਜੇ ਸੁਖਮਨੀ ਸਾਹਿਬ ਦਾ ਪਾਠ ਆਰੰਭ ਹੋਵੇਗਾ, 11 ਵਜੇ ਗੁਰਬਾਣੀ ਦਾ ਕੀਰਤਨ ਅਤੇ 12 ਵਜੇ ਯਾਤਰਾ ਸਮਾਪਤੀ ਦੀ ਅਰਦਾਸ ਹੋਵੇਗੀ। ਜਿਸ ਤੋਂ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਦੇ ਰੂਪ ਵਿੱਚ ਸੁਖਾਸਨ ਵਾਲੇ ਅਸਥਾਨ ਤੇ ਲੈ ਜਾਏ ਜਾਣਗੇ। ਇਸ ਮੌਕੇ ਭਾਰਤੀ ਫ਼ੌਜ ਦੀ ਸਿੱਖ ਲਾਈਟ ਇਨਫੈਂਟਰੀ ਦੇ ਬੈਂਡ ਮੈਂਬਰ ਸ਼ਾਮਿਲ ਹੋਣਗੇ ਅਤੇ ਸਮਾਪਤੀ ਸਮਾਰੋਹ ਮੌਕੇ ਸ਼ਬਦੀ ਧੁਨਾਂ ਦਾ ਗਾਇਨ ਕਰਨਗੇ। ਇਸ ਦੌਰਾਨ ਸਮਾਪਤੀ ਸਮਾਰੋਹ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਵੀ ਸ਼ਾਮਿਲ ਹੋਵੇਗੀ।
-
National2 months agoਹਸਪਤਾਲ ਵਿੱਚ ਵੈਂਟੀਲੇਟਰ ਫਟਣ ਕਾਰਨ ਲੱਗੀ ਅੱਗ ਵਿੱਚ 3 ਨਵਜੰਮੇ ਬੱਚਿਆਂ ਦੀ ਮੌਤ
-
International4 weeks ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International1 month agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
Mohali2 months agoਬੂਥ ਮਾਰਕੀਟ ਐਸੋਸੀਏਸ਼ਨ ਫੇਜ਼ 2 ਮੁਹਾਲੀ ਦਾ ਵਫਦ ਮੇਅਰ ਸਰਬਜੀਤ ਸਿੰਘ ਸਮਾਣਾ ਨੂੰ ਮਿਲਿਆ
-
International1 month agoਨੇਪਾਲ ਵਿੱਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 210 ਹੋਈ, ਕਈ ਲਾਪਤਾ
-
International1 month agoਤਿੱਬਤ ਤੋਂ ਆਏ ਹੜ੍ਹ ਕਾਰਨ ਨੇਪਾਲ ਵਿੱਚ ਭਾਰੀ ਤਬਾਹੀ, ਦਰਜਨਾਂ ਪਿੰਡ ਤਬਾਹ
-
International3 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
