Connect with us

Chandigarh

ਪੰਜਾਬ ਸਰਕਾਰ ਨੇ ਸੈਨਿਕਾਂ ਦੀਆਂ ਕੁਰਬਾਨੀਆਂ ਦਾ ਸਨਮਾਨ ਕਰਨ ਅਤੇ ਉਨ੍ਹਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਅਨੇਕਾਂ ਕਦਮ ਚੁੱਕੇ: ਮੋਹਿੰਦਰ ਭਗਤ

Published

on

 

ਚੰਡੀਗੜ੍ਹ, 27 ਦਸੰਬਰ (ਸ.ਬ.) ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਸਾਲ 2024 ਦੌਰਾਨ ਸੈਨਿਕਾਂ, ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਅਨੇਕਾਂ ਕਦਮ ਚੁੱਕੇ ਹਨ।

ਰੱਖਿਆ ਸੇਵਾਵਾਂ ਭਲਾਈ ਵਿਭਾਗ ਵੱਲੋਂ ਸੈਨਿਕਾਂ ਦੀ ਭਲਾਈ ਲਈ ਕੀਤੇ ਸੁਧਾਰਾਂ ਅਤੇ ਨਵੀਆਂ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਬਲਿਊ ਸਟਾਰ ਤੋਂ ਪ੍ਰਭਾਵਿਤ ਧਰਮੀ ਫੌਜੀਆਂ ਲਈ ਮਹੀਨਾਵਾਰ ਗ੍ਰਾਂਟ ਨੂੰ 10,000 ਰੁਪਏ ਤੋਂ ਵਧਾ ਕੇ 12,000 ਰੁਪਏ ਪ੍ਰਤੀ ਮਹੀਨਾ ਕੀਤੀ ਗਈ ਹੈ। ਮੰਤਰੀ ਸ੍ਰੀ ਭਗਤ ਨੇ ਦਿਵਿਆਂਗ ਸਿਪਾਹੀਆਂ ਲਈ ਦਿੱਤੇ ਸਮਰਥਨ ਨੂੰ ਉਜਾਗਰ ਕਰਦਿਆਂ ਕਿਹਾ ਕਿ ਆਪਣੀ ਡਿਊਟੀ ਦੌਰਾਨ ਜ਼ਖ਼ਮੀ ਹੋਏ ਸੈਨਿਕਾਂ ਲਈ ਐਕਸ-ਗ੍ਰੇਸ਼ੀਆ ਦੀ ਰਕਮ ਨੂੰ ਦੁੱਗਣਾ ਕਰ ਦਿੱਤਾ ਗਿਆ ਹੈ, ਹੁਣ ਦਿਵਿਆਂਗਤਾ ਦੇ ਆਧਾਰ ਤੇ 10 ਲੱਖ ਰੁਪਏ ਤੋਂ ਲੈ ਕੇ 40 ਲੱਖ ਰੁਪਏ ਤੱਕ ਦਾ ਮੁਆਵਜ਼ਾ ਦਿੱਤਾ ਜਾ ਰਿਹਾ ਹੈ।

ਵਾਰ ਜਗੀਰ ਸਕੀਮ ਬਾਰੇ ਬੋਲਦਿਆਂ ਉਹਨਾਂ ਕਿਹਾ ਕਿ ਇਸ ਸਕੀਮ ਅਧੀਨ ਲਾਭਪਾਤਰੀਆਂ ਦੀ ਸਾਲਾਨਾ ਵਿੱਤੀ ਸਹਾਇਤਾ ਨੂੰ 10,000 ਰੁਪਏ ਤੋਂ ਵਧਾ ਕੇ 20,000 ਰੁਪਏ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ, ਗੈਰ-ਪੈਨਸ਼ਨ ਵਾਲੇ ਵਿਸ਼ਵ ਯੁੱਧ 1 ਅਤੇ 2 ਦੇ ਸਾਬਕਾ ਸੈਨਿਕਾਂ ਅਤੇ 65 ਸਾਲ ਤੋਂ ਵੱਧ ਉਮਰ ਦੀਆਂ ਉਨ੍ਹਾਂ ਦੀਆਂ ਵਿਧਵਾਵਾਂ ਲਈ ਵਿੱਤੀ ਸਹਾਇਤਾ ਨੂੰ 6,000 ਤੋਂ ਵਧਾ ਕੇ 10,000 ਪ੍ਰਤੀ ਮਹੀਨਾ ਕਰ ਦਿੱਤਾ ਗਿਆ ਹੈ ਤਾਂ ਕਿ ਸਾਡੇ ਬਜ਼ੁਰਗ ਜੰਗੀ ਨਾਇਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਸਨਮਾਨਜਨਕ ਜੀਵਨ ਨੂੰ ਯਕੀਨੀ ਬਣਾਇਆ ਜਾ ਸਕੇ।

ਵਿਭਾਗ ਵੱਲੋਂ ਰੋਜ਼ਗਾਰ ਲਈ ਕੀਤੇ ਅਹਿਮ ਉਪਰਾਲਿਆਂ ਨੂੰ ਉਜਾਗਰ ਕਰਦਿਆਂ ਸ੍ਰੀ ਭਗਤ ਨੇ ਦੱਸਿਆ ਕਿ ਆਨਰ ਤੇ ਗ੍ਰੈਟੀਚਿਊਟ ਪਾਲਿਸੀ ਤਹਿਤ ਸ਼ਹੀਦਾਂ ਦੇ 14 ਆਸ਼ਰਿਤਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਪੰਜਾਬ ਵਿੱਚ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਲਈ ਸਿੱਧੀ ਭਰਤੀ ਵਿੱਚ 13 ਫ਼ੀਸਦ ਰਾਖਵਾਂਕਰਨ ਦਿੱਤਾ ਗਿਆ ਹੈ ਅਤੇ ਦੋ ਸਾਲਾਂ ਵਿੱਚ 2,044 ਅਸਾਮੀਆਂ ਭਰੀਆਂ ਗਈਆਂ ਹਨ। ਉਹਨਾਂ ਦੱਸਿਆ ਕਿ ਗਰੁੱਪ ਬੀ ਅਤੇ ਸੀ ਦੇ ਮੁਲਾਜ਼ਮਾਂ ਲਈ ਨਵੇਂ ਸੇਵਾ ਨਿਯਮ ਤਿਆਰ ਕੀਤੇ ਗਏ ਸਨ, ਜਿਨ੍ਹਾਂ ਨੂੰ ਕੈਬਨਿਟ ਦੁਆਰਾ ਪ੍ਰਵਾਨਗੀ ਦਿੱਤੀ ਗਈ ਹੈ ਅਤੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐਸ.ਸੀ.) ਰਾਹੀਂ ਪੰਜ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰਾਂ ਦੀ ਭਰਤੀ ਕੀਤੀ ਗਈ ਹੈ।

Continue Reading

Chandigarh

ਪੰਜਾਬ ਯੂਨੀਵਰਸਿਟੀ ਦੇ ਹੋਸਟਲ ਵਿੱਚੋਂ ਬੀ ਟੈਕ ਦੇ ਵਿਦਿਆਰਥੀ ਦੀ ਲਾਸ਼ ਮਿਲੀ

Published

on

By

ਜੰਮੂ-ਕਸ਼ਮੀਰ ਦਾ ਰਹਿਣ ਵਾਲਾ ਸੀ ਮ੍ਰਿਤਕ

ਚੰਡੀਗੜ੍ਹ, 26 ਨਵੰਬਰ (ਸ.ਬ.) ਪੰਜਾਬ ਯੂਨੀਵਰਸਿਟੀ ਦੇ ਹੋਸਟਲ ਵਿੱਚੋਂ ਬੀ.ਟੈਕ ਦੇ ਇੱਕ ਵਿਦਿਆਰਥੀ ਦੀ ਸ਼ੱਕੀ ਹਾਲਾਤ ਵਿੱਚ ਲਾਸ਼ ਮਿਲੀ ਹੈ। ਮ੍ਰਿਤਕ ਵਿਦਿਆਰਥੀ ਦੀ ਪਛਾਣ ਆਰੀਅਨ ਵਜੋਂ ਹੋਈ ਹੈ, ਜੋ ਕਿ ਜੰਮੂ-ਕਸ਼ਮੀਰ ਦਾ ਰਹਿਣ ਵਾਲਾ ਸੀ। ਉਹ ਯੂਨੀਵਰਸਿਟੀ ਵਿੱਚ ਪੜ੍ਹਾਈ ਕਰਨ ਦੇ ਨਾਲ-ਨਾਲ ਕੈਂਪਸ ਦੇ ਹੋਸਟਲ ਨੰਬਰ-5 ਵਿੱਚ ਰਹਿ ਰਿਹਾ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ, ਜਿਸ ਸਮੇਂ ਇਹ ਘਟਨਾ ਵਾਪਰੀ, ਉਸ ਵੇਲੇ ਉਸ ਦੇ ਰੂਮਮੇਟ (ਕਮਰੇ ਵਿੱਚ ਨਾਲ ਰਹਿਣ ਵਾਲੇ ਸਾਥੀ) ਉੱਥੇ ਮੌਜੂਦ ਨਹੀਂ ਸਨ। ਜਦੋਂ ਉਹ ਕਮਰੇ ਵਿੱਚ ਵਾਪਸ ਪਰਤੇ ਤਾਂ ਉਨ੍ਹਾਂ ਨੇ ਆਰੀਅਨ ਨੂੰ ਬੇਸੁੱਧ ਅਤੇ ਮ੍ਰਿਤਕ ਹਾਲਤ ਵਿੱਚ ਪਾਇਆ। ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਚੁੱਕੀ ਸੀ।

ਘਟਨਾ ਤੋਂ ਬਾਅਦ ਪੁਲੀਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਵੱਲੋਂ ਹੋਸਟਲ ਵਿੱਚ ਰਹਿਣ ਵਾਲੇ ਹੋਰਨਾਂ ਵਿਦਿਆਰਥੀਆਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲੀਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਆਰੀਅਨ ਪਿਛਲੇ ਕੁਝ ਸਮੇਂ ਤੋਂ ਕਿਹੜੀਆਂ ਹਾਲਾਤਾਂ ਵਿੱਚੋਂ ਗੁਜ਼ਰ ਰਿਹਾ ਸੀ ਅਤੇ ਉਸ ਦੀ ਮੌਤ ਪਿੱਛੇ ਅਸਲ ਕਾਰਨ ਕੀ ਰਹੇ ਹਨ। ਫਿਲਹਾਲ ਪੁਲੀਸ ਘਟਨਾ ਸਥਾਨ ਤੋਂ ਮਿਲੇ ਸਬੂਤਾਂ ਅਤੇ ਹੋਰਨਾਂ ਪਹਿਲੂਆਂ ਦੀ ਬਾਰੀਕੀ ਨਾਲ ਪੜਤਾਲ ਕਰ ਰਹੀ ਹੈ। ਵਿਦਿਆਰਥੀ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਪੁਲੀਸ ਜਾਂਚ ਪੂਰੀ ਹੋਣ ਅਤੇ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਲੱਗ ਸਕੇਗਾ।

Continue Reading

Chandigarh

ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਮੁੱਖ ਦਫ਼ਤਰ ਵਿਖੇ ‘ਸੰਵਿਧਾਨ ਦਿਵਸ’ ਮਨਾਇਆ

Published

on

By

ਚੰਡੀਗੜ੍ਹ, 26 ਨਵੰਬਰ (ਸ.ਬ.) ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਚੰਡੀਗੜ੍ਹ ਸਥਿਤ ਮੁੱਖ ਦਫ਼ਤਰ ਵਿਖੇ ‘ਸੰਵਿਧਾਨ ਦਿਵਸ’ ਮਨਾਇਆ ਗਿਆ। ਇਸ ਮੌਕੇ ਭਾਰਤੀ ਸੰਵਿਧਾਨ ਦੀ ਮਹੱਤਤਾ, ਇਸ ਦੇ ਮੂਲ ਸਿਧਾਂਤਾਂ ਅਤੇ ਨਾਗਰਿਕਾਂ ਦੇ ਮਾਣ, ਅਧਿਕਾਰਾਂ ਅਤੇ ਸੁਤੰਤਰਤਾ ਦੀ ਰਾਖੀ ਵਿੱਚ ਇਸ ਦੀ ਭੂਮਿਕਾ ਬਾਰੇ ਵਿਆਪਕ ਚਰਚਾ ਕੀਤੀ ਗਈ। ਇਸ ਮੌਕੇ ਪੰਜਾਬ ਰਾਜ ਸੂਚਨਾ ਕਮਿਸ਼ਨ ਦੀ ਲਾਇਬ੍ਰੇਰੀ ਵਿੱਚ ਭਾਰਤੀ ਸੰਵਿਧਾਨ ਦੀਆਂ ਜਿਲਦਾਂ ਵੀ ਰੱਖੀਆਂ ਗਈਆਂ।

ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ, ਸ੍ਰੀ ਇੰਦਰਪਾਲ ਸਿੰਘ ਧੰਨਾ ਨੇ ਕਿਹਾ ਕਿ ਭਾਰਤੀ ਸੰਵਿਧਾਨ ਹਰੇਕ ਨਾਗਰਿਕ ਦੇ ਮਾਣ-ਸਤਿਕਾਰ ਨੂੰ ਬਰਕਰਾਰ ਰੱਖਦਾ ਹੈ ਅਤੇ ਇਹ ਲੋਕਤੰਤਰੀ ਕਦਰਾਂ-ਕੀਮਤਾਂ ਤੇ ਨਿਆਂ ਦਾ ਮੁੱਖ ਆਧਾਰ ਹੈ। ਇਸ ਮੌਕੇ ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਕਿਹਾ ਕਿ ‘ਸੰਵਿਧਾਨ ਦਿਵਸ’ ਸਾਨੂੰ ਭਾਰਤ ਦੇ ਸੰਵਿਧਾਨ ਵਿੱਚ ਦਰਜ ਆਦਰਸ਼ਾਂ ਦੀ ਰਾਖੀ ਕਰਨ, ਉਨ੍ਹਾਂ ਨੂੰ ਕਾਇਮ ਰੱਖਣ ਅਤੇ ਉਨ੍ਹਾਂ ਦਾ ਸਤਿਕਾਰ ਕਰਨ ਦਾ ਸੁਨੇਹਾ ਦਿੰਦਾ ਹੈ। ਇਹ ਹਰੇਕ ਨਾਗਰਿਕ ਨੂੰ ਇੱਕ ਨਿਆਂਪੂਰਨ, ਸਮਾਨਤਾ ਵਾਲੇ ਅਤੇ ਸਾਰਿਆਂ ਲਈ ਬਰਾਬਰ ਸਮਾਜ ਦੀ ਸਿਰਜਣਾ ਵਿੱਚ ਯੋਗਦਾਨ ਪਾਉਣ ਸਬੰਧੀ ਆਪਣੇ ਫਰਜ਼ ਦੀ ਯਾਦ ਦਿਵਾਉਂਦਾ ਹੈ। ਸਮਾਗਮ ਵਿੱਚ ਰਾਜ ਸੂਚਨਾ ਕਮਿਸ਼ਨਰ ਵਰਿੰਦਰਜੀਤ ਸਿੰਘ ਬਿਲਿੰਗ, ਡਾ. ਭੁਪਿੰਦਰ ਐਸ. ਬਾਠ ਅਤੇ ਹਰਪ੍ਰੀਤ ਸੰਧੂ ਵੀ ਸ਼ਾਮਲ ਹੋਏ।

Continue Reading

Chandigarh

ਪੰਜਾਬ ਪੁਲੀਸ ਵਿੱਚ ਵੱਡਾ ਫੇਰਬਦਲ, 31 ਆਈਪੀਐਸ ਤੇ ਪੀਪੀਐਸ ਅਧਿਕਾਰੀਆਂ ਦੇ ਤਬਾਦਲੇ

Published

on

By

ਕਈ ਜ਼ਿਲ੍ਹਿਆਂ ਦੇ ਐਸ ਐਸ ਪੀ ਤੇ ਕਮਿਸ਼ਨਰ ਬਦਲੇ ਗਏ

ਚੰਡੀਗੜ੍ਹ, 25 ਨਵੰਬਰ (ਸ.ਬ.) ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਨੇ ਪ੍ਰਸ਼ਾਸਨਿਕ ਆਧਾਰ ਤੇ ਪੁਲੀਸ ਮਹਿਕਮੇ ਵਿੱਚ ਵੱਡਾ ਫੇਰਬਦਲ ਕਰਦਿਆਂ 31 ਆਈ ਪੀ ਐਸ ਤੇ ਪੀ ਪੀ ਐਸ ਅਧਿਕਾਰੀਆਂ ਦੇ ਤਬਾਦਲਿਆਂ ਤੇ ਨਵੀਆਂ ਨਿਯੁਕਤੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੇ ਗਏ ਹਨ ਅਤੇ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਆਪਣੇ ਨਵੇਂ ਅਹੁਦਿਆਂ ਦਾ ਕਾਰਜਭਾਰ ਸੰਭਾਲਣ ਦੇ ਨਿਰਦੇਸ਼ ਦਿੱਤੇ ਗਏ ਹਨ।

ਜਾਰੀ ਹੁਕਮਾਂ ਅਨੁਸਾਰ ਗੁਰਪ੍ਰੀਤ ਸਿੰਘ ਭੁੱਲਰ ਨੂੰ ਜਲੰਧਰ ਦਾ ਪੁਲੀਸ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ, ਜਦੋਂਕਿ ਸਤਿੰਦਰ ਸਿੰਘ ਨੂੰ ਲੁਧਿਆਣਾ ਦਾ ਪੁਲੀਸ ਕਮਿਸ਼ਨਰ ਬਣਾਇਆ ਗਿਆ ਹੈ। ਕੁਲਦੀਪ ਸਿੰਘ ਨੂੰ ਅੰਮ੍ਰਿਤਸਰ ਦਾ ਪੁਲੀਸ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਹਰਮਨਬੀਰ ਸਿੰਘ ਨੂੰ ਬਾਰਡਰ ਰੇਂਜ ਅੰਮ੍ਰਿਤਸਰ ਦਾ ਡੀ ਆਈ ਜੀ ਅਤੇ ਸਵਪਨ ਸ਼ਰਮਾ ਨੂੰ ਰੋਪੜ ਰੇਂਜ ਦਾ ਡੀ ਆਈ ਜੀ ਲਗਾਇਆ ਗਿਆ ਹੈ।

ਜਗਦਾਲੇ ਨੀਲਾਂਬਰੀ ਵਿਜੇ ਨੂੰ ਜਲੰਧਰ ਰੇਂਜ ਦੀ ਆਈ ਜੀ ਪੀ ਅਤੇ ਨਵੀਨ ਸਿੰਗਲਾ ਨੂੰ ਫਰੀਦਕੋਟ ਰੇਂਜ ਦਾ ਡੀ ਆਈ ਜੀ ਨਿਯੁਕਤ ਕੀਤਾ ਗਿਆ ਹੈ। ਹਰਜੀਤ ਸਿੰਘ ਨੂੰ ਡੀ ਆਈ ਜੀ ਬਠਿੰਡਾ ਰੇਂਜ, ਸਨੇਹਦੀਪ ਸ਼ਰਮਾ ਨੂੰ ਡੀ ਆਈ ਜੀ ਫਿਰੋਜ਼ਪੁਰ ਰੇਂਜ ਅਤੇ ਅਮਨੀਤ ਕੌਂਡਲ ਨੂੰ ਡੀ ਆਈ ਜੀ ਪਟਿਆਲਾ ਰੇਂਜ ਨਿਯੁਕਤ ਕੀਤਾ ਗਿਆ ਹੈ। ਡਾ. ਨਾਨਕ ਸਿੰਘ ਨੂੰ ਟੈਕਨੀਕਲ ਸਰਵਿਸਿਜ਼ ਚੰਡੀਗੜ੍ਹ ਵਿੱਚ ਡੀ ਆਈ ਜੀ ਅਤੇ ਗੁਰਮੀਤ ਸਿੰਘ ਚੌਹਾਨ ਨੂੰ ਪ੍ਰੋਵੀਜ਼ਨਿੰਗ ਚੰਡੀਗੜ੍ਹ ਵਿੱਚ ਡੀਆਈਜੀ ਦੇ ਅਹੁਦੇ ਤੇ ਤਾਇਨਾਤ ਕੀਤਾ ਗਿਆ ਹੈ।

ਇਸ ਦੌਰਾਨ ਵੱਖ-ਵੱਖ ਜ਼ਿਲ੍ਹਿਆਂ ਦੇ ਐਸ ਐਸ ਪੀ ਵੀ ਤਬਦੀਲ ਕੀਤੇ ਗਏ ਹਨ। ਸੁਰਿੰਦਰ ਲਾਂਬਾ ਨੂੰ ਸੰਗਰੂਰ, ਚਰਨਜੀਤ ਸਿੰਘ ਨੂੰ ਲੁਧਿਆਣਾ ਦਿਹਾਤੀ, ਰਵਜੋਤ ਗਰੇਵਾਲ ਨੂੰ ਵਿਜੀਲੈਂਸ ਬਿਊਰੋ ਐਸ ਏ ਐਸ ਨਗਰ, ਅੰਕੁਰ ਗੁਪਤਾ ਨੂੰ ਫਰੀਦਕੋਟ, ਅਸ਼ਵਨੀ ਗੋਤਿਆਲ ਨੂੰ ਫਿਰੋਜ਼ਪੁਰ, ਵਤਸਲਾ ਗੁਪਤਾ ਨੂੰ ਐਸ ਬੀ ਐਸ ਨਗਰ, ਡਾ. ਪ੍ਰਗਿਆ ਜੈਨ ਨੂੰ ਅੰਮ੍ਰਿਤਸਰ ਦਿਹਾਤੀ, ਤੁਸ਼ਾਰ ਗੁਪਤਾ ਨੂੰ ਗੁਰਦਾਸਪੁਰ, ਅਜੈ ਗਾਂਧੀ ਨੂੰ ਤਰਨਤਾਰਨ, ਮਨਿੰਦਰ ਸਿੰਘ ਨੂੰ ਰੋਪੜ, ਭੁਪਿੰਦਰ ਸਿੰਘ ਨੂੰ ਮਾਲੇਰਕੋਟਲਾ ਅਤੇ ਹਰਕਮਲਪ੍ਰੀਤ ਸਿੰਘ ਖੱਖ ਨੂੰ ਜਲੰਧਰ ਦਿਹਾਤੀ ਦਾ ਐਸ ਐਸ ਪੀ ਨਿਯੁਕਤ ਕੀਤਾ ਗਿਆ ਹੈ। ਇਸਦੇ ਨਾਲ ਹੀ ਕੁਝ ਹੋਰ ਅਧਿਕਾਰੀਆਂ ਦੀਆਂ ਸੇਵਾਵਾਂ ਵਿਜੀਲੈਂਸ ਬਿਊਰੋ ਨੂੰ ਸੌਂਪੀਆਂ ਗਈਆਂ ਹਨ।

Continue Reading

Latest News

Trending