Mohali
ਰਜਿਸਟਰੀਆਂ ਲਈ ਆਨਲਾਈਨ ਸਮਾਂ ਲੈਣ ਤੇ ਡਾਕੂਮੈਂਟੇਸ਼ਨ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ : ਹਰਦੀਪ ਸਿੰਘ ਮੁੰਡੀਆਂ
ਚੰਡੀਗੜ੍ਹ, 30 ਦਸੰਬਰ (ਸ.ਬ.) ਮਾਲ ਤੇ ਮੁੜ ਵਸੇਬਾ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਹੈ ਕਿ ਰਜਿਸਟਰੀਆਂ ਲਈ ਆਨਲਾਈਨ ਬੁਕਿੰਗ ਅਤੇ ਡਾਕੂਮੈਂਟੇਸ਼ਨ ਨੂੰ ਸਫਲਤਾਪੂਰਵਕ ਲਾਗੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਉਹਨਾਂ ਕਿਹਾ ਕਿ ਸਾਲ 2024 ਵਿੱਚ ਮਾਲ ਵਿਭਾਗ ਵੱਲੋਂ ਵੱਡੇ ਸੁਧਾਰ ਕੀਤੇ ਗਏ ਹਨ ਜਿਸ ਨਾਲ ਲੋਕਾਂ ਦੀ ਤਹਿਸੀਲ ਦਫਤਰਾਂ ਵਿੱਚ ਖੱਜਲ ਖੁਆਰੀ ਖਤਮ ਹੋਈ ਹੈ।
ਉਹਨਾਂ ਕਿਹਾ ਕਿ ਨੈਸ਼ਨਲ ਜੈਨਰਿਕ ਡਾਕੂਮੈਂਟ ਰਜਿਸਟ੍ਰੇਸ਼ਨ ਸਿਸਟਮ ਨੂੰ ਲਾਂਚ ਕਰਨ ਅਤੇ ਸੂਬੇ ਦੇ ਸਮੂਹ ਸਬ ਰਜਿਸਟਰਾਰ ਦਫਤਰਾਂ ਵਿਖੇ ਲਾਗੂ ਕਰਨ ਵਾਲਾ ਪੰਜਾਬ ਦੇਸ਼ ਦਾ ਸਭ ਤੋਂ ਪਹਿਲਾ ਸੂਬਾ ਹੈ। ਇਸ ਸਿਸਟਮ ਰਾਹੀਂ 39 ਲੱਖ ਤੋਂ ਵੱਧ ਵਸੀਕੇ ਰਜਿਸਟਰ ਕੀਤੇ ਜਾ ਚੁੱਕੇ ਹਨ। ਰਜਿਸਟਰੀ ਲਈ ਆਨਲਾਈਨ ਸਮਾਂ ਮਿਲ ਜਾਂਦਾ ਹੈ ਅਤੇ ਆਨਲਾਈਨ ਹੀ ਸਾਰੇ ਦਸਤਾਵੇਜ਼ ਜਮਾਂ ਹੋ ਜਾਂਦੇ ਹਨ। ਇਸ ਤੋਂ ਇਲਾਵਾ ਵਸੀਕਿਆਂ ਨੂੰ ਰਜਿਸਟਰ ਕਰਵਾਉਣਾ ਆਸਾਨ ਬਣਾਉਣ ਲਈ ਆਸਾਨ ਭਾਸ਼ਾ ਵਿੱਚ ਵਸੀਕਿਆਂ ਦੇ ਟੈਂਪਲੇਟ ਤਿਆਰ ਕਰ ਕੇ ਵਿਭਾਗ ਦੀ ਵੈਬਸਾਈਟ ਉਤੇ ਅਪਲੋਡ ਵੀ ਕਰ ਦਿੱਤੇ ਗਏ ਹਨ।
ਮੰਤਰੀ ਨੇ ਦੱਸਿਆ ਕਿ ਕੁਦਰਤੀ ਕਰੋਪੀਆਂ ਕਾਰਨ ਫਸਲਾਂ, ਮਕਾਨਾਂ, ਮਨੁੱਖੀ ਜਾਨਾਂ, ਪਸ਼ੂ ਧੰਨ ਦੇ ਨੁਕਸਾਨ ਦੀ ਭਰਪਾਈ ਕਰਦਿਆਂ ਮਾਲ ਵਿਭਾਗ ਵੱਲੋਂ 2023-24 ਵਿੱਤੀ ਵਰ੍ਹੇ ਦੌਰਾਨ 432.03 ਕਰੋੜ ਰੁਪਏ ਅਤੇ ਚਾਲੂ ਵਿੱਤੀ ਵਰ੍ਹੇ 2024-25 ਦੌਰਾਨ 59.64 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ ਕੀਤੀ ਗਈ। ਉਹਨਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਕਵਾਇਦ ਵਿੱਚ ਮਾਲ ਵਿਭਾਗ ਵੀ ਪਿੱਛੇ ਨਹੀਂ ਰਿਹਾ। ਉਹਨਾਂ ਕਿਹਾ ਕਿ 2024 ਦੌਰਾਨ 75 ਨਾਇਬ ਤਹਿਸੀਲਦਾਰ, 35 ਕਲਰਕ ਅਤੇ 2 ਸਟੈਨੋਟਾਈਪਿਸਟ ਭਰਤੀ ਕੀਤੇ ਗਏ ਹਨ। 49 ਪਟਵਾਰੀਆਂ ਦੀ ਭਰਤੀ ਮੁਕੰਮਲ ਹੋ ਗਈ ਹੈ ਜਿਨ੍ਹਾਂ ਦੇ ਸਿਰਫ ਨਿਯੁਕਤੀ ਪੱਤਰ ਜਾਰੀ ਕਰਨੇ ਰਹਿੰਦੇ ਹਨ। ਇਸ ਤੋਂ ਇਲਾਵਾ 1001 ਹੋਰ ਪਟਵਾਰੀਆਂ ਦੀ ਹੋਰ ਭਰਤੀ ਲਈ ਪ੍ਰਕਿਰਿਆ ਜਾਰੀ ਹੈ।
Mohali
ਮਾਮਲਾ ਵਿਜੀਲੈਂਸ ਵਲੋਂ 50 ਹਜ਼ਾਰ ਰੁਪਏ ਰਿਸ਼ਵਤ ਸਮੇਤ ਗ੍ਰਿਫਤਾਰ ਅਪਰੇਟਰ ਦਾ..
ਐਸ. ਐਸ. ਪੀ ਮੁਹਾਲੀ ਨੇ ਈ. ਓ. ਵਿੰਗ ਮੁਹਾਲੀ ਦੇ ਇੰਚਾਰਜ ਅਤੇ ਮੁਣਸ਼ੀ ਨੂੰ ਬਦਲਿਆ, ਮੁਣਸ਼ੀ ਦੀ ਅਗਾਊਂ ਜਮਾਨਤ ਦੀ ਅਰਜੀ ਖਾਰਜ
ਐਸ.ਏ.ਐਸ.ਨਗਰ, 5 ਫਰਵਰੀ (ਪਰਵਿੰਦਰ ਕੌਰ ਜੱਸੀ) ਵਿਜੀਲੈਂਸ ਵਲੋਂ 50 ਹਜਾਰ ਰੁਪਏ ਦੀ ਰਿਸ਼ਵਤ ਸਮੇਤ ਗ੍ਰਿਫਤਾਰ ਪ੍ਰਾਈਵੇਟ ਵਿਅਕਤੀ ਗੁਰਪ੍ਰੀਤ ਸਿੰਘ ਅਤੇ ਰਿਸ਼ਵਤ ਮੰਗਣ ਵਾਲੇ ਮੁਣਸ਼ੀ ਹੌਲਦਾਰ ਅਮ੍ਰਿਤਪਾਲ ਸਿੰਘ ਦੇ ਮਾਮਲੇ ਵਿੱਚ ਐਸ. ਐਸ. ਪੀ. ਮੁਹਾਲੀ ਦੀਪਕ ਪਾਰਿਕ ਵਲੋਂ ਈ. ਓ. ਵਿੰਗ ਮੁਹਾਲੀ ਦੇ ਇੰਚਾਰਜ ਦੀ ਬਦਲੀ ਕਰਦਿਆਂ ਇੰਸਪੈਕਟਰ ਰਜਨੀਸ਼ ਚੌਧਰੀ ਨੂੰ ਈ. ਓ ਵਿੰਗ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਈ. ਓ. ਵਿੰਗ ਦੇ ਮੁਣਸ਼ੀ ਦਾ ਕੰਮ ਵੀ ਕਿਸੇ ਹੋਰ ਕਰਮਚਾਰੀ ਨੂੰ ਸੌਂਪ ਦਿੱਤਾ ਗਿਆ ਹੈ। ਐਸ ਐਸ ਪੀ ਵਲੋਂ ਉਸ ਸਮੇਂ ਦੇ ਈ.ਓ ਵਿੰਗ ਦੇ ਇੰਚਾਰਜ ਗੁਰਜੀਤ ਸਿੰਘ ਨੂੰ ਬਦਲ ਕੇ ਪੀ. ਸੀ. ਆਰ ਦਾ ਇੰਚਾਰਜ ਲਗਾ ਦਿੱਤਾ ਗਿਆ ਹੈ।
ਐਸ. ਐਸ. ਪੀ. ਮੁਹਾਲੀ ਵਲੋਂ ਵਿਜੀਲੈਂਸ ਦੇ ਛਾਪੇ ਤੋਂ ਬਾਅਦ ਕਾਰਵਾਈ ਕਰਦਿਆਂ ਮੁਣਸ਼ੀ ਅੰਮ੍ਰਿਤਪਾਲ ਸਿੰਘ ਨੂੰ ਮੁਅੱਤਲ ਕਰਕੇ ਉਸ ਵਿਰੁਧ ਵਿਭਾਗੀ ਜਾਂਚ ਸ਼ੁਰੂ ਕਰ ਦਿੱਤੀ ਗਈ ਸੀ। ਇਸ ਦੌਰਾਨ ਅਦਾਲਤ ਵਲੋਂ ਹੌਲਦਾਰ ਅੰਮਿਤਪਾਲ ਸਿੰਘ ਦੀ ਅਗਾਊਂ ਜਮਾਨਤ ਦੀ ਅਰਜੀ ਖਾਰਜ ਕਰ ਦਿੱਤੀ ਗਈ ਹੈ। ਅਮ੍ਰਿਤਪਾਲ ਸਿੰਘ ਹਾਲੇ ਵੀ ਫਰਾਰ ਹੈ, ਜਦੋਂ ਕਿ ਰਿਸ਼ਵਤ ਸਮੇਤ ਗ੍ਰਿਫਤਾਰ ਕੰਪਿਊਟਰ ਆਪਰੇਟਰ ਜੇਲ ਵਿੱਚ ਬੰਦ ਹੈ।
ਦੱਸਣਯੋਗ ਹੈ ਕਿ ਇਸ ਮਾਮਲੇ ਵਿੱਚ ਰਿਸ਼ਵਤ ਦੇ ਪੈਸਿਆਂ ਦੀ ਮੰਗ ਮੁਣਸ਼ੀ ਅਮ੍ਰਿਤਪਾਲ ਸਿੰਘ ਵਲੋਂ ਕੀਤੀ ਗਈ ਸੀ। ਵਿਜੀਲੈਂਸ ਮੁਤਾਬਕ ਸ਼ਿਕਾਇਤਕਰਤਾ ਅਸ਼ੋਕ ਕੁਮਾਰ ਵਾਸੀ ਸੈਕਟਰ 31 ਚੰਡੀਮੰਦਰ ਜਿਲਾ ਪੰਚਕੂਲਾ ਨੇ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਸੀ ਕਿ ਉਹ ਨਗਰ ਨਿਗਮ ਚੰਡੀਗੜ੍ਹ ਵਿਖੇ ਬਤੌਰ ਡਰਾਫਟਸਮੈਨ ਨੌਕਰੀ ਕਰ ਰਿਹਾ ਹੈ। ਉਸ ਦੀ ਭੈਣ ਗੀਤਾ ਸੱਗਰ ਪਿੰਡ ਦਿੱਗਲ ਤਹਿਸੀਲ ਨਾਲਾਗੜ੍ਹ ਵਲੋਂ ਉਸ ਸਮੇਤ ਹੋਰਾਂ ਵਿਰੁਧ ਮਕਾਨ ਨੰਬਰ 12, 13, 14 ਸੈਣੀ ਵਿਹਾਰ ਫੇਜ਼ 3 ਬਲਟਾਣਾ ਜਿਲਾ ਮੁਹਾਲੀ ਨੂੰ ਹੜੱਪਣ ਦੇ ਦੋਸ਼ਾਂ ਤਹਿਤ ਐਸ. ਐਸ. ਪੀ. ਮੁਹਾਲੀ ਨੂੰ ਸ਼ਿਕਾਇਤ ਦਿੱਤੀ ਸੀ।
ਸ਼ਿਕਾਇਤਕਰਤਾ ਅਨੁਸਾਰ ਇਸ ਮਾਮਲੇ ਵਿੱਚ ਈ. ਓ. ਵਿੰਗ ਮੁਹਾਲੀ ਤੋਂ ਉਸ ਨੂੰ ਲਿਖਤੀ ਰੂਪ ਵਿੱਚ ਬੁਲਾਇਆ ਗਿਆ ਸੀ। ਉਹ ਕਿਸੇ ਕਾਰਨ ਈ.ਓ ਵਿੰਗ ਦੇ ਦਫਤਰ ਨਹੀਂ ਆ ਸਕਿਆ ਅਤੇ ਹੌਲਦਾਰ ਅਮ੍ਰਿਤਪਾਲ ਸਿੰਘ ਵਲੋਂ ਉਸ ਨੂੰ ਫੋਨ ਕਰਕੇ ਮੁੜ ਈ. ਓ. ਵਿੰਗ ਬੁਲਾਇਆ ਗਿਆ। ਉਹ ਆਪਣੇ ਵਕੀਲ ਨਾਲ ਈ. ਓ. ਵਿੰਗ ਮੁਹਾਲੀ ਪਹੁੰਚਿਆ ਜਿੱਥੇ ਹੌਲਦਾਰ ਅਮ੍ਰਿਤਪਾਲ ਸਿੰਘ ਨੇ ਉਸ ਵਿਰੁਧ ਚੱਲ ਰਹੀ ਸ਼ਿਕਾਇਤ ਦਾ ਬਿਆਨ ਆਪਣੇ ਆਪਰੇਟਰ ਤੋਂ ਲਿਖਵਾਇਆ ਅਤੇ ਕਿਹਾ ਕਿ ਉਸ ਦਾ ਬਿਆਨ ਵਧੀਆ ਲਿਖ ਦਿੱਤਾ ਹੈ ਅਤੇ ਉਹ ਹੁਣ ਉਸ ਬਾਰੇ ਵੀ ਕੁਝ ਸੋਚੇ। ਸ਼ਿਕਾਇਤਕਰਤਾ ਮੁਤਾਬਕ ਅਮ੍ਰਿਤਪਾਲ ਸਿੰਘ ਨੇ ਉਸ ਕੋਲੋਂ 50 ਹਜਾਰ ਰੁਪਏ ਦੀ ਰਿਸ਼ਵਤ ਮੰਗੀ ਅਤੇ ਕਿਹਾ ਕਿ ਜੇਕਰ ਰਿਸ਼ਵਤ ਨਾ ਦਿੱਤੀ ਗਈ ਤਾਂ ਉਸ ਖਿਲਾਫ ਕਾਰਵਾਈ ਹੋ ਸਕਦੀ ਹੈ।
ਸ਼ਿਕਾਇਤਕਰਤਾ ਨੇ ਸਾਰੀ ਗੱਲ ਫੋਨ ਵਿੱਚ ਰਿਕਾਰਡ ਕਰ ਲਈ ਅਤੇ ਵਿਜੀਲੈਂਸ ਨੂੰ ਇਸ ਦੀ ਜਾਣਕਾਰੀ ਦਿੱਤੀ। ਵਿਜੀਲੈਂਸ ਨੇ ਟ੍ਰੈਪ ਲਗਾ ਕੇ ਗੁਰਪ੍ਰੀਤ ਸਿੰਘ ਨਾਂ ਦੇ ਵਿਅਕਤੀ ਨੂੰ ਜੋ ਕਿ ਈ. ਓ. ਵਿੰਗ ਵਿੱਚ ਪ੍ਰਾਈਵੇਟ ਤੌਰ ਤੇ ਆਪਰੇਟਰ ਵਜੋਂ ਕੰਮ ਕਰ ਰਿਹਾ ਸੀ ਨੂੰ 50 ਹਜ਼ਾਰ ਰੁਪਏ ਦੀ ਰਿਸ਼ਵਤ ਸਮੇਤ ਕਾਬੂ ਕਰ ਲਿਆ, ਜਦੋਂ ਕਿ ਹੌਲਦਾਰ ਅਮ੍ਰਿਤਪਾਲ ਸਿੰਘ ਮੌਕੇ ਤੋਂ ਖਿਸਕ ਗਿਆ।
Mohali
ਪਿੰਡ ਵਾਸੀਆਂ ਲਈ ਦਿੱਕਤ ਖੜੀ ਕਰਨ ਦੀ ਥਾਂ ਸੌਖੀ ਪਾਲਸੀ ਲਾਗੂ ਕਰੇ ਸਰਕਾਰ : ਪਰਵਿੰਦਰ ਸਿੰਘ ਸੋਹਾਣਾ
ਪਿੰਡ ਸੋਹਾਣਾ ਵਿੱਚ ਘਰ ਅਤੇ ਬਿਲਡਿੰਗਾਂ ਸੀਜ਼ ਕਰਨ ਦੀ ਕਾਰਵਾਈ ਦਾ ਹੋਇਆ ਭਾਰੀ ਵਿਰੋਧ
ਐਸ ਏ ਐਸ ਨਗਰ, 5 ਫਰਵਰੀ (ਸ.ਬ.) ਪਿੰਡ ਸੋਹਾਣਾ ਵਿੱਚ ਨਗਰ ਨਿਗਮ ਵੱਲੋਂ ਘਰ ਅਤੇ ਬਿਲਡਿੰਗਾਂ ਸੀਜ਼ ਕਰਨ ਦੀ ਕਾਰਵਾਈ ਕਰਨ ਲਈ ਆਏ ਅਧਿਕਾਰੀਆਂ ਨੂੰ ਪਿੰਡ ਵਾਸੀਆਂ ਦੇ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ। ਇਸ ਮੌਕੇ ਪਿੰਡ ਵਾਸੀਆਂ ਨੇ ਅਕਾਲੀ ਦਲ ਮੁਹਾਲੀ ਦੇ ਮੁਖ ਸੇਵਾਦਾਰ ਪਰਵਿੰਦਰ ਸਿੰਘ ਸੋਹਾਣਾ ਦੀ ਅਗਵਾਈ ਹੇਠ ਨਗਰ ਨਿਗਮ ਦੇ ਅਸਿਸਟੈਂਟ ਕਮਿਸ਼ਨਰ ਜਗਜੀਤ ਸਿੰਘ ਅਤੇ ਹੋਰ ਅਧਿਕਾਰੀਆਂ ਵਿਰੁੱਧ ਰੋਸ ਪ੍ਰਗਟਾਵਾ ਕੀਤਾ।
ਇਸ ਮੌਕੇ ਪਿੰਡ ਵਾਸੀਆਂ ਨੇ ਦਲੀਲ ਦਿੱਤੀ ਕਿ ਮੁਹਾਲੀ ਨਗਰ ਨਿਗਮ ਦੇ ਅਧੀਨ ਆਉਣ ਵਾਲੇ ਪਿੰਡਾਂ ਵਿੱਚ ਸ਼ਹਿਰੀ ਬਿਲਡਿੰਗ ਬਾਇਲਾਜ਼ ਲਾਗੂ ਕਰਨਾ ਗਲਤ ਹੈ। ਉਨ੍ਹਾਂ ਨੇ ਕਿਹਾ ਕਿ ਪਿੰਡਾਂ ਦੀ ਸੰਰਚਨਾ ਅਤੇ ਰਿਹਾਇਸ਼ੀ ਵਿਧੀ ਸ਼ਹਿਰੀ ਇਲਾਕਿਆਂ ਤੋਂ ਵੱਖਰੀ ਹੈ, ਇਸ ਲਈ ਇਹ ਨਿਯਮ ਇੱਥੇ ਲਾਗੂ ਕਰਨਾ ਕਿਸੇ ਵੀ ਤਰੀਕੇ ਨਾਲ ਜਾਇਜ਼ ਨਹੀਂ ਹਨ।
ਇਸ ਮੌਕੇ ਪਰਵਿੰਦਰ ਸਿੰਘ ਸੋਹਾਣਾ ਨੇ ਦੱਸਿਆ ਕਿ ਕਈ ਪੁਰਾਣੇ ਘਰ ਵੀ ਇਸ ਨਤੀਜੇ ਵਜੋਂ ਪ੍ਰਭਾਵਿਤ ਹੋ ਰਹੇ ਹਨ। ਉਹਨਾਂ ਸਰਕਾਰ ਨੂੰ ਅਪੀਲ ਕੀਤੀ ਕਿ ਪਿੰਡ ਵਾਸੀਆਂ ਦੀ ਹਾਲਤ ਨੂੰ ਸਮਝਦੇ ਹੋਏ ਇੱਕ ਵਿਵੇਕਪੂਰਨ ਅਤੇ ਸੌਖੀ ਪਾਲਸੀ ਲਾਗੂ ਕੀਤੀ ਜਾਵੇ, ਤਾਂ ਜੋ ਲੋਕ ਬਿਨਾਂ ਕਿਸੇ ਦਿੱਕਤ ਦੇ ਆਪਣੇ ਘਰਾਂ ਅਤੇ ਬਿਲਡਿੰਗਾਂ ਲਈ ਨਕਸ਼ੇ ਪਾਸ ਕਰਵਾ ਸਕਣ।
ਪਿੰਡ ਵਾਸੀਆਂ ਦੇ ਵਿਰੋਧ ਦੇ ਮੱਦੇਨਜ਼ਰ, ਨਗਰ ਨਿਗਮ ਅਧਿਕਾਰੀਆਂ ਨੇ ਪਿੰਡ ਵਾਸੀਆਂ ਨੂੰ ਮੀਟਿੰਗ ਲਈ ਸੱਦਾ ਦਿੱਤਾ ਅਤੇ ਦੁਪਹਿਰ ਬਾਅਦ ਪਿੰਡ ਵਾਸੀਆਂ ਦੇ ਨੁਮਾਇੰਦਿਆਂ ਅਤੇ ਨਗਰ ਨਿਗਮ ਕਮਿਸ਼ਨਰ ਵਿਚਾਲੇ ਮੁਲਾਕਾਤ ਹੋਈ, ਜਿਸ ਵਿੱਚ ਲੋਕਾਂ ਵਲੋਂ ਆਪਣੇ ਮੁੱਦੇ ਦੱਸੇ ਗਏ। ਪਿੰਡ ਵਾਸੀਆਂ ਨੇ ਕਿਹਾ ਕਿ ਸਰਕਾਰ ਪਿੰਡਾਂ ਵਾਸਤੇ ਨਵੇਂ ਨਿਯਮ ਬਣਾਏ। ਉਹਨਾਂ ਚਿਤਾਵਨੀ ਦਿੱਤੀ ਕਿ ਜੇਕਰ ਇਹ ਸਖ਼ਤ ਨਿਯਮ ਜਾਰੀ ਰਹੇ, ਤਾਂ ਲੋਕ ਵੱਡੇ ਪੱਧਰ ਤੇ ਸੰਘਰਸ਼ ਕਰਨ ਲਈ ਮਜਬੂਰ ਹੋਣਗੇ।
ਇਸ ਮੌਕੇ ਹਰਜੀਤ ਸਿੰਘ ਭੋਲੂ ਕੌਸਲਰ, ਹਰਵਿੰਦਰ ਸਿੰਘ ਨੰਬਰਦਾਰ, ਪਰਮਜੀਤ ਸਿੰਘ ਬੈਦਵਾਣ, ਭਾਗ ਸਿੰਘ, ਭੁਪਿੰਦਰ ਸਿੰਘ, ਹਰਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
Mohali
ਅਮਰੀਕਾ ਤੋਂ ਡੀਪੋਰਟ ਹੋਏ ਲੋਕਾਂ ਦਾ ਜਹਾਜ ਅੰਮ੍ਰਿਤਸਰ ਵਿੱਚ ਲੈਂਡ ਕਰਵਾਉਣਾ ਪੰਜਾਬ ਨੂੰ ਬਦਨਾਮ ਕਰਨ ਦੀ ਚਾਲ : ਕੁਲਜੀਤ ਸਿੰਘ ਬੇਦੀ
ਸੂਬਾ ਸਰਕਾਰਾਂ ਤੋਂ ਡੀਪੋਰਟ ਹੋਏ ਲੋਕਾਂ ਨੂੰ ਐਡਜਸਟ ਕਰਨ ਦੀ ਮੰਗ
ਐਸ ਏ ਐਸ ਨਗਰ, 5 ਫਰਵਰੀ (ਸ.ਬ.) ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀ ਨਾਗਰਿਕਾਂ ਨੂੰ ਲੈ ਕੇ ਆਏ ਅਮਰੀਕੀ ਜਹਾਜ਼ ਦੇ ਅੰਮ੍ਰਿਤਸਰ ਵਿੱਚ ਲੈਂਡ ਕਰਵਾਉਣ ਦੇ ਫੈਸਲੇ ਨੂੰ ਪੰਜਾਬ ਨੂੰ ਬਦਨਾਮ ਕਰਨ ਦੀ ਇੱਕ ਹੋਰ ਚਾਲ ਕਰਾਰ ਦਿੰਦਿਆ ਕਿਹਾ ਹੈ ਕਿ ਇਸ ਜਹਾਜ਼ ਵਿੱਚ ਸਿਰਫ 30 ਦੇ ਲਗਭਗ ਪੰਜਾਬੀ ਸੀ, ਜਦਕਿ ਹਰਿਆਣਾ ਅਤੇ ਗੁਜਰਾਤ ਦੇ 33-33 ਅਤੇ ਹੋਰਨਾਂ ਸੂਬਿਆਂ ਦੇ ਲੋਕ ਵੀ ਸੀ। ਉਹਨਾਂ ਕਿਹਾ ਕਿ ਜੇਕਰ ਦਿੱਲੀ ਵਿੱਚ ਚੋਣਾਂ ਹੋਣ ਕਰਕੇ ਇਹਨਾਂ ਨੂੰ ਉਥੇ ਨਹੀਂ ਉਤਾਰਿਆ ਗਿਆ, ਤਾਂ ਇਹ ਜਹਾਜ਼ ਗੁਜਰਾਤ ਜਾਂ ਮੁੰਬਈ ਵੀ ਲੈਂਡ ਕਰਵਾਇਆ ਜਾ ਸਕਦਾ ਸੀ, ਪਰੰਤੂ ਪੰਜਾਬ ਨੂੰ ਬਦਨਾਮ ਕਰਨ ਦੀ ਇੱਕ ਹੋਰ ਸਾਜ਼ਿਸ਼ ਦੇ ਤਹਿਤ ਇਸਨੂੰ ਅਮ੍ਰਿਤਸਰ ਵਿੱਚ ਉਤਾਰਿਆ ਗਿਆ ਹੈ।
ਸz. ਬੇਦੀ ਨੇ ਕਿਹਾ ਕਿ ਇਹ ਮਾਮਲਾ ਭਾਰਤ ਦੀ ਵਿਦੇਸ਼ ਨੀਤੀ ਅਤੇ ਪ੍ਰਧਾਨ ਮੰਤਰੀ ਦੀ ਕੂਟਨੀਤਿਕ ਅਸਫਲਤਾ ਨੂੰ ਵੀ ਉਜਾਗਰ ਕਰਦਾ ਹੈ। ਉਹਨਾਂ ਕਿਹਾ ਕਿ ਭਾਰਤੀ ਪ੍ਰਧਾਨ ਮੰਤਰੀ ਖੁਦ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਸਭ ਤੋਂ ਵੱਡਾ ਦੋਸਤ ਦੱਸਦੇ ਹਨ ਪਰੰਤੂ ਜਦੋਂ ਇਨ੍ਹਾਂ ਭਾਰਤੀਆਂ ਦੇ ਹੱਕ ਵਿੱਚ ਅਵਾਜ਼ ਉਠਾਉਣ ਦੀ ਵਾਰੀ ਆਈ, ਤਾਂ ਉਹ ਚੁੱਪ ਰਹੇ। ਉਹਨਾਂ ਕਿਹਾ ਕਿ ਵਿਦੇਸ਼ ਜਾਣ ਦੀ ਚਾਹ ਰੱਖਦੇ ਲੋਕ ਰੋਜ਼ਗਾਰ ਦੀ ਭਾਲ ਵਿੱਚ ਲੱਖਾਂ ਰੁਪਏ ਖਰਚ ਕਰਕੇ ਅਮਰੀਕਾ ਜਾਂਦੇ ਹਨ। ਪਰੰਤੂ ਜਦੋਂ ਉਨ੍ਹਾਂ ਦੀਆਂ ਉਮੀਦਾਂ ਟੁੱਟਦੀਆਂ ਹਨ ਅਤੇ ਉਹ ਡੀਪੋਰਟ ਹੋ ਜਾਂਦੇ ਹਨ, ਤਾਂ ਭਾਰਤ ਸਰਕਾਰ ਉਨ੍ਹਾਂ ਦੇ ਹੱਕ ਵਿੱਚ ਕਿਸੇ ਤਰੀਕੇ ਦੀ ਮਦਦ ਨਹੀਂ ਕਰਦੀ।
ਡਿਪਟੀ ਮੇਅਰ ਨੇ ਇਹ ਵੀ ਮੰਗ ਕੀਤੀ ਕਿ ਜਿਨ੍ਹਾਂ ਏਜੰਟਾਂ ਨੇ ਇਹਨਾਂ ਭਾਰਤੀਆਂ ਨੂੰ ਗਲਤ ਜਾਣਕਾਰੀ ਦੇ ਕੇ ਜਾਂ ਧੋਖੇ ਨਾਲ ਅਮਰੀਕਾ ਭੇਜਿਆ, ਉਨ੍ਹਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਇਨ੍ਹਾਂ ਏਜੰਟਾਂ ਨੇ ਨੌਜਵਾਨਾਂ ਤੋਂ ਲੱਖਾਂ ਕਰੋੜਾਂ ਦੀ ਹੇਰਾਫੇਰੀ ਕਰਕੇ ਉਨ੍ਹਾਂ ਦੀ ਜ਼ਿੰਦਗੀ ਨਾਲ ਖੇਡਿਆ ਹੈ।
ਸz. ਬੇਦੀ ਨੇ ਕਿਹਾ ਕਿ ਹੁਣ ਜਦੋਂ ਇਹ ਲੋਕ ਭਾਰਤ ਵਾਪਸ ਆ ਗਏ ਹਨ, ਉਨ੍ਹਾਂ ਨੂੰ ਨੌਕਰੀਆਂ ਮੁਹੱਈਆ ਕਰਵਾਉਣ ਦੀ ਜ਼ਿੰਮੇਵਾਰੀ ਕੇਵਲ ਪੰਜਾਬ ਦੀ ਨਹੀਂ, ਸਗੋਂ ਹਰ ਉਸ ਸੂਬੇ ਦੀ ਹੋਣੀ ਚਾਹੀਦੀ ਹੈ, ਜਿਥੋਂ ਇਹ ਲੋਕ ਸਬੰਧਤ ਹਨ। ਉਨ੍ਹਾਂ ਕਿਹਾ ਕਿ ਇਹ ਭਾਰਤ ਸਰਕਾਰ ਦੀ ਵੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਵਿਦੇਸ਼ ਭੇਜਣ ਦੀਆਂ ਵਿਧੀਆਂ ਨੂੰ ਬਿਹਤਰ ਬਣਾਏ, ਤਾਂ ਕਿ ਕੋਈ ਨੌਜਵਾਨ ਏਜੰਟਾਂ ਦੇ ਜਾਲ ਵਿੱਚ ਨਾ ਫਸੇ।
-
National2 months ago
ਨੇਪਾਲ ਵਿੱਚ ਮਹਿਸੂਸ ਹੋਏ ਭੂਚਾਲ ਦੇ ਝਟਕੇ
-
International2 months ago
ਮੀਂਹ ਕਾਰਨ ਭਾਰਤ ਅਤੇ ਆਸਟ੍ਰੇਲੀਆ ਟੈਸਟ ਮੈਚ ਡਰਾਅ
-
National1 month ago
ਨਾਬਾਲਗ ਨੂੰ ਨੰਗਾ ਕਰ ਕੇ ਕੁੱਟਿਆ, ਚਿਹਰੇ ਤੇ ਕੀਤਾ ਪਿਸ਼ਾਬ, ਸ਼ਰਮ ਕਾਰਨ ਨੌਜਵਾਨ ਵੱਲੋਂ ਖੁਦਕੁਸ਼ੀ
-
National1 month ago
ਮਹਿੰਗਾਈ ਨੇ ਵਿਗਾੜਿਆ ਲੋਕਾਂ ਦੀ ਰਸੋਈ ਦਾ ਬਜਟ : ਰਾਹੁਲ ਗਾਂਧੀ
-
International1 month ago
ਬੈਂਕਾਕ ਦੇ ਪ੍ਰਸਿੱਧ ਹੋਟਲ ਵਿੱਚ ਅੱਗ ਲੱਗਣ ਕਾਰਨ ਤਿੰਨ ਵਿਦੇਸ਼ੀ ਸੈਲਾਨੀਆਂ ਦੀ ਮੌਤ
-
International1 month ago
ਲਾਸ ਵੇਗਾਸ ਦੇ ਟਰੰਪ ਹੋਟਲ ਦੇ ਬਾਹਰ ਧਮਾਕਾ, ਇੱਕ ਵਿਅਕਤੀ ਦੀ ਮੌਤ
-
International1 month ago
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਜਿੰਮੀ ਕਾਰਟਰ ਦਾ ਦਿਹਾਂਤ
-
International3 weeks ago
ਕੈਲੀਫੋਰਨੀਆ ਵਿੱਚ ਲੱਗੀ ਅੱਗ ਕਾਰਨ ਹੁਣ ਤੱਕ 24 ਵਿਅਕਤੀਆਂ ਦੀ ਮੌਤ