Chandigarh
ਕੈਬਿਨਟ ਮੰਤਰੀ ਮੋਹਿੰਦਰ ਭਗਤ ਵੱਲੋਂ ਮੁਹਾਲੀ ਦੇ ਡੰਪਿੰਗ ਗਰਾਊਂਡ ਨੂੰ ਹਟਾਉਣ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਉਦਯੋਗਪਤੀਆਂ ਅਤੇ ਵਸਨੀਕਾਂ ਦੇ ਵਫ਼ਦ ਨੂੰ ਛੇਤੀ ਕਾਰਵਾਈ ਦਾ ਭਰੋਸਾ ਦਿੱਤਾ
ਚੰਡੀਗੜ੍ਹ, 4 ਜਨਵਰੀ (ਸ.ਬ.) ਕੈਬਨਿਟ ਮੰਤਰੀ ਸ੍ਰੀ ਮਹਿੰਦਰ ਭਗਤ ਵਲੋਂ ਮੁਹਾਲੀ ਦੇ ਡੰਪਿੰਗ ਗਰਾਊਂਡ ਨੂੰ ਹਟਾਉਣ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। ਮੁਹਾਲੀ ਦੇ ਫੇਜ਼ 8ਬੀ ਦੇ ਉਦਯੋਗਪਤੀਆਂ ਅਤੇ ਵਸਨੀਕਾਂ ਦੇ ਇੱਕ ਵਫਦ ਨਾਲ ਮੁਲਾਕਾਤ ਦੌਰਾਨ ਉਹਨਾਂ ਗਾਰਬੇਜ ਡੰਪਿੰਗ ਗਰਾਊਂਡ ਨੂੰ ਹਟਾਉਣ ਅਤੇ ਉਦਯੋਗਿਕ ਅਤੇ ਰਿਹਾਇਸ਼ੀ ਖੇਤਰਾਂ ਨੂੰ ਪ੍ਰਭਾਵਿਤ ਕਰਨ ਵਾਲੀਆਂ ਹੋਰ ਨਾਗਰਿਕ ਸ਼ਿਕਾਇਤਾਂ ਸਮੇਤ ਵੱਖ-ਵੱਖ ਮੁੱਦਿਆਂ ਤੇ ਚਰਚਾ ਕੀਤੀ ਅਤੇ ਵਫ਼ਦ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਜਲਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ।
ਮੀਟਿੰਗ ਦੌਰਾਨ ਉਦਯੋਗਪਤੀਆਂ ਅਤੇ ਵਸਨੀਕਾਂ ਨੇ ਆਪੋ ਆਪਣੀਆਂ ਸਮੱਸਿਆਵਾਂ ਬਾਰੇ ਮੰਤਰੀ ਨੂੰ ਜਾਣੂ ਕਰਵਾਇਆ ਅਤੇ ਡੰਪਿੰਗ ਗਰਾਊਂਡ ਨੂੰ ਹਟਾਉਣ ਲਈ ਇਸ ਪ੍ਰਾਜੈਕਟ ਵਿੱਚ ਤੇਜ਼ੀ ਲਿਆਉਣ ਦੀ ਲੋੜ ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਮੁਹਾਲੀ ਦੇ ਫੇਜ਼ 8ਬੀ ਵਿੱਚ ਸਨਅਤਾਂ ਲਈ ਸਾਫ਼-ਸਫ਼ਾਈ ਰੱਖਣ ਅਤੇ ਉਦਯੋਗਾਂ ਲਈ ਸੌਖਾ ਮਾਹੌਲ ਯਕੀਨੀ ਬਣਾਉਣ ਦੀ ਵੀ ਮੰਗ ਕੀਤੀ। ਮੀਟਿੰਗ ਵਿੱਚ ਮੌਜੂਦ ਮੁਹਾਲੀ ਨਗਰ ਨਿਗਮ ਦੇ ਕਮਿਸ਼ਨਰ ਟੀ.ਬੇਨਿਥ ਅਤੇ ਐਕਸੀਅਨ ਰਜਿੰਦਰ ਕੁਮਾਰ ਨੇ ਮੰਤਰੀ ਨੂੰ ਪ੍ਰਾਜੈਕਟ ਦੀ ਪ੍ਰਗਤੀ ਬਾਰੇ ਜਾਣਕਾਰੀ ਦਿੱਤੀ ਅਤੇ ਇਸ ਕੰਮ ਨੂੰ ਜਲਦੀ ਹੀ ਮੁਕੰਮਲ ਕਰਨ ਦਾ ਭਰੋਸਾ ਦਿੱਤਾ।
ਸ੍ਰੀ ਭਗਤ ਨੇ ਅਧਿਕਾਰੀਆਂ ਨੂੰ ਤੁਰੰਤ ਮੌਕੇ ਦਾ ਦੌਰਾ ਕਰਨ ਅਤੇ ਡੰਪਿੰਗ ਗਰਾਊਂਡ ਨੂੰ ਹਟਾਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਬੁਨਿਆਦੀ ਢਾਂਚੇ ਸਬੰਧੀ ਚੁਣੌਤੀਆਂ ਨਾਲ ਨਜਿੱਠਣ ਅਤੇ ਵਪਾਰ ਲਈ ਅਨੁਕੂਲ ਮਾਹੌਲ ਸਿਰਜ ਕੇ ਉਦਯੋਗਿਕ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਦੀ ਵਚਨਬੱਧਤਾ ਵੀ ਦੁਹਰਾਈ।
ਮੀਟਿੰਗ ਵਿੱਚ ਮੌਜੂਦ ਉਦਯੋਗਪਤੀਆਂ ਵਿਚ ਤਜਿੰਦਰ ਕੁਮਾਰ ਬਾਂਸਲ, ਨਵੀਨ ਸਿੰਗਲਾ, ਆਲ ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨ ਦੇ ਚੇਅਰਮੈਨ ਬਲਦੇਵ ਸਿੰਘ ਨਾਗਾ ਅਤੇ ਹੋਰ ਪਤਵੰਤੇ ਹਾਜ਼ਰ ਸਨ।
Chandigarh
ਪੰਜਾਬ ਕੈਬਨਿਟ ਵੱਲੋਂ 21 ਮਾਰਚ ਤੋਂ ਬਜਟ ਸੈਸ਼ਨ ਸੱਦਣ ਦੀ ਪ੍ਰਵਾਨਗੀ

ਚੰਡੀਗੜ੍ਹ, 13 ਮਾਰਚ (ਸ.ਬ.) ਪੰਜਾਬ ਕੈਬਨਿਟ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਅੱਠਵਾਂ ਸੈਸ਼ਨ (ਬਜਟ ਸੈਸ਼ਨ) 21 ਤੋਂ 28 ਮਾਰਚ ਤੱਕ ਸੱਦਣ ਨੂੰ ਸਹਿਮਤੀ ਦੇ ਦਿੱਤੀ ਹੈ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇੱਥੇ ਉਨ੍ਹਾਂ ਦੀ ਅਧਿਕਾਰਕ ਰਿਹਾਇਸ਼ ਉਤੇ ਹੋਈ ਕੈਬਨਿਟ ਦੀ ਮੀਟਿੰਗ ਵਿੱਚ ਲਿਆ ਗਿਆ।
ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਬਨਿਟ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ (ਜੋ ਭਾਰਤੀ ਸੰਵਿਧਾਨ ਦੀ ਧਾਰਾ 174(1) ਤਹਿਤ ਸੂਬਾਈ ਅਸੈਂਬਲੀ ਦਾ ਸੈਸ਼ਨ ਸੱਦਣ ਲਈ ਅਧਿਕਾਰਤ ਹਨ) ਨੂੰ ਸੈਸ਼ਨ ਸੱਦਣ ਦੀ ਸਿਫ਼ਾਰਸ਼ ਕਰਨ ਦੀ ਸਹਿਮਤੀ ਦੇ ਦਿੱਤੀ। ਸੈਸ਼ਨ ਦੌਰਾਨ 25 ਮਾਰਚ ਨੂੰ ਰਾਜਪਾਲ ਦਾ ਸੰਬੋਧਨ ਹੋਵੇਗਾ, ਜਿਸ ਮਗਰੋਂ ਸੰਬੋਧਨ ਉਤੇ ਬਹਿਸ ਹੋਵੇਗੀ। ਵਿੱਤ ਮੰਤਰੀ 26 ਮਾਰਚ ਨੂੰ ਸਾਲ 2025-26 ਦਾ ਆਮ ਬਜਟ ਪੇਸ਼ ਕਰਨਗੇ, ਜਿਸ ਮਗਰੋਂ ਬਜਟ ਉਤੇ ਬਹਿਸ ਹੋਵੇਗੀ।
ਕੈਬਨਿਟ ਨੇ ਵਿਦਿਆਰਥੀਆਂ ਦੇ ਅੰਗਰੇਜ਼ੀ ਸੰਚਾਰ ਹੁਨਰ ਵਿੱਚ ਸੁਧਾਰ ਕਰ ਕੇ ਉਨ੍ਹਾਂ ਨੂੰ ਭਵਿੱਖ ਵਿੱਚ ਰੋਜ਼ਗਾਰ ਦੇ ਵਧੇਰੇ ਯੋਗ ਬਣਾਉਣ ਲਈ ਸਿੱਖਿਆ ਵਿਭਾਗ ਵੱਲੋਂ ਬ੍ਰਿਟਿਸ਼ ਕਾਊਂਸਿਲ ਐਜੂਕੇਸ਼ਨ ਇੰਡੀਆ ਪ੍ਰਾਈਵੇਟ ਲਿਮੀਟਿਡ ਨਾਲ ਕੀਤੇ ਸਮਝੌਤੇ ਨੂੰ ਪੰਜਾਬ ਟਰਾਂਸਪੇਰੈਂਸੀ ਇਨ ਪਬਲਿਕ ਪ੍ਰੋਕਿਉਰਮੈਂਟ ਐਕਟ 2019 ਦੀ ਧਾਰਾ 63(1) ਤੋਂ ਛੋਟ ਦੇਣ ਦੀ ਮਨਜ਼ੂਰੀ ਦੇ ਦਿੱਤੀ। ਇਸ ਐਮ.ਓ.ਯੂ. ਦੇ ਨਿਯਮ ਤੇ ਸ਼ਰਤਾਂ ਦੀ ਰੌਸ਼ਨੀ ਵਿੱਚ ਅਗਲੇ ਦੋ ਵਿੱਤੀ ਵਰ੍ਹਿਆਂ 2025-26 ਅਤੇ 2026-27 ਲਈ ‘ਇੰਗਲਿਸ਼ ਫਾਰ ਵਰਕ’ ਕੋਰਸ ਜਾਰੀ ਰੱਖਣ ਲਈ ਇਸ ਛੋਟ ਨੂੰ ਵਿਧਾਨ ਸਭਾ ਦੇ ਆਗਾਮੀ ਸੈਸ਼ਨ ਵਿੱਚ ਰੱਖਿਆ ਜਾਵੇਗਾ। ਇਸ ਪਹਿਲਕਦਮੀ ਨਾਲ ਹਰੇਕ ਸਾਲ ਸੂਬੇ ਦੇ ਵੱਖ-ਵੱਖ ਸਰਕਾਰੀ ਕਾਲਜਾਂ ਵਿੱਚ ਤਕਰੀਬਨ ਪੰਜ ਹਜ਼ਾਰ ਵਿਦਿਆਰਥੀਆਂ ਨੂੰ ਲਾਭ ਹੋ ਰਿਹਾ ਹੈ। ਇਹ ਛੋਟ ਇਸ ਸਕੀਮ ਨੂੰ ਬਿਨਾਂ ਕਿਸੇ ਅੜਿੱਕੇ ਤੋਂ ਸੁਚਾਰੂ ਤਰੀਕੇ ਨਾਲ ਚੱਲਣ ਅਤੇ ਵਿਦਿਆਰਥੀਆਂ ਨੂੰ ਲਾਭ ਪਹੁੰਚਣਾ ਯਕੀਨੀ ਬਣਾਏਗੀ।
ਇਸਦੇ ਨਾਲ ਹੀ ਵਿਦਿਆਰਥੀਆਂ ਨੂੰ ਤਕਨੀਕੀ ਸਿੱਖਿਆ ਮੁਹੱਈਆ ਕਰਨ ਲਈ ਕੈਬਨਿਟ ਨੇ ਸੂਬੇ ਭਰ ਵਿੱਚ 40 ਹੁਨਰ ਸਿੱਖਿਆ ਸਕੂਲ (ਸਕੂਲ ਆਫ਼ ਅਪਲਾਇਡ ਲਰਨਿੰਗ) ਸ਼ੁਰੂ ਕਰਨ ਦੀ ਸਹਿਮਤੀ ਦੇ ਦਿੱਤੀ, ਜਿਸ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਹੋਰ ਦਰਵਾਜ਼ੇ ਖੁੱਲ੍ਹਣਗੇ। ਇਸ ਫੈਸਲੇ ਮੁਤਾਬਕ ਸੂਬੇ ਵਿੱਚ ਤਕਰੀਬਨ 32 ਕਰੋੜ ਰੁਪਏ ਦੀ ਲਾਗਤ ਨਾਲ 40 ਸਕੂਲ ਖੁੱਲ੍ਹਣਗੇ, ਜਿਨ੍ਹਾਂ ਵਿੱਚ ਬੈਂਕਿੰਗ, ਵਿੱਤੀ ਸੇਵਾਵਾਂ ਤੇ ਬੀਮਾ, ਡਿਜੀਟਲ ਡਿਜ਼ਾਇਨ ਤੇ ਡਿਵੈਲਪਮੈਂਟ, ਬਿਊਟੀ ਤੇ ਵੈਲਨੈੱਸ ਤੇ ਸਿਹਤ ਸੰਭਾਲ ਵਿਗਿਆਨਾਂ ਤੇ ਸਰਵਿਸਜ਼ ਖ਼ੇਤਰਾਂ ਬਾਰੇ ਸਿਖਲਾਈ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਕਾਰਜ ਵਿਹਾਰਕ ਅੰਗਰੇਜ਼ੀ, ਕਰੀਅਰ ਫਾਊਂਡੇਸ਼ਨ (ਪ੍ਰੋਫੈਸ਼ਨਲਿਜ਼ਮ, ਸੀ.ਵੀ. ਕ੍ਰਇਏਸ਼ਨ, ਸਾਫਟ ਸਕਿੱਲਜ਼ ਤੇ ਪ੍ਰੋਫੈਸ਼ਨਲ ਡਿਵੈਲਪਮੈਂਟ) ਅਤੇ ਰੋਜ਼ਾਨਾ ਜੀਵਨ ਵਿੱਚ ਤਕਨਾਲੋਜੀ (ਈ- ਮੇਲ ਰਾਈਟਿੰਗ, ਕ੍ਰਇਏਟਿੰਗ ਵਰਕ ਪਲਾਨ ਅਤੇ ਡਿਜੀਟਲ ਟੂਲਜ਼ ਦੀ ਵਰਤੋਂ) ਬਾਰੇ ਕੋਰਸ ਵੀ ਸ਼ੁਰੂ ਕੀਤੇ ਜਾਣਗੇ।
ਮੰਤਰੀ ਮੰਡਲ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀਆਂ ਸਾਲ 2022-23 ਅਤੇ 2023-24 ਦੀਆਂ ਸਾਲਾਨਾ ਪ੍ਰਬੰਧਕੀ ਰਿਪੋਰਟਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ।
Chandigarh
ਲੋਕਾਂ ਦੀ ਸਹੂਲਤ ਲਈ ਮਾਈਨਿੰਗ ਖੇਤਰ ਦੀਆਂ ਵਾਤਾਵਰਣ ਪ੍ਰਵਾਨਗੀਆਂ ਨੂੰ ਸੁਖਾਲਾ ਕਰੇਗੀ ਪੰਜਾਬ ਸਰਕਾਰ : ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ, 13 ਮਾਰਚ (ਸ.ਬ.) ਪੰਜਾਬ ਦੇ ਮਾਈਨਿੰਗ ਤੇ ਖਣਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਹੈ ਕਿ ਸਰਕਾਰ ਮਾਈਨਿੰਗ ਖੇਤਰ ਅਧੀਨ ਦਿੱਤੀਆਂ ਜਾਂਦੀਆਂ ਵਾਤਾਵਰਣ ਪ੍ਰਵਾਨਗੀਆਂ ਦੀ ਪ੍ਰਕਿਰਿਆ ਨੂੰ ਸੁਖਾਲਾ ਕਰੇਗੀ ਤਾਂ ਜੋ ਸੂਬਾ ਵਾਸੀਆਂ ਲਈ ਮਾਈਨਰ ਮਿਨਰਲ ਦੀ ਆਸਾਨੀ ਨਾਲ ਉਪਲਬਧਤਾ ਯਕੀਨੀ ਬਣਾਈ ਜਾ ਸਕੇ। ਰਾਜ ਵਾਤਾਵਰਣ ਪ੍ਰਭਾਵ ਮੁਲਾਂਕਣ ਅਥਾਰਟੀ (ਸੀ.ਈ.ਆਈ.ਏ.ਏ), ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ) ਅਤੇ ਖਣਨ ਵਿਭਾਗ ਦੇ ਅਧਿਕਾਰੀਆਂ ਨਾਲ ਹੰਗਾਮੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅਧਿਕਾਰੀਆਂ ਨੂੰ ਇਸ ਸਬੰਧੀ ਕਾਰਵਾਈ ਤੁਰੰਤ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ।
ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀਆਂ ਜ਼ਮੀਨਾਂ ਵਿੱਚੋਂ ਮਿੱਟੀ ਚੁਕਾਉਣ ਲਈ ਤਿੰਨਾਂ ਵਿਭਾਗਾਂ ਤੋਂ ਵਾਤਾਵਰਣ ਸਬੰਧੀ ਪ੍ਰਵਾਨਗੀਆਂ ਲੈਣੀਆਂ ਪੈਂਦੀਆਂ ਹਨ ਜਿਸ ਕਰਕੇ ਉਨ੍ਹਾਂ ਨੂੰ ਖੱਜਲ-ਖੁਆਰੀ ਝੱਲਣੀ ਪੈਂਦੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਸਾਨਾਂ ਨੂੰ ਆਪਣੇ ਖੇਤ ਪੱਧਰੇ ਕਰਨ ਜਾਂ ਖੇਤਾਂ ਵਿੱਚੋਂ ਮਿੱਟੀ ਚੁਕਾਉਣ ਲਈ ਫ਼ਸਲ ਦੀ ਕਟਾਈ ਤੋਂ ਪਹਿਲਾਂ-ਪਹਿਲਾਂ ਵਾਤਾਵਰਣ ਸਬੰਧੀ ਪ੍ਰਵਾਨਗੀਆਂ ਦੇਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਉਹ ਫ਼ਸਲ ਕਟਾਈ ਤੋਂ ਬਾਅਦ ਮਿੱਟੀ ਚੁਕਾ ਸਕਣ ਜਾਂ ਖੇਤ ਨੂੰ ਪੱਧਰਾ ਕਰ ਸਕਣ ਅਤੇ ਸਮੇਂ ਸਿਰ ਅਗਲੀ ਫ਼ਸਲ ਬੀਜ ਸਕਣ।
ਸ੍ਰੀ ਗੋਇਲ ਨੇ ਕਿਹਾ ਕਿ ਇਸ ਤਰ੍ਹਾਂ ਨੇੜੇ-ਤੇੜੇ ਮਿੱਟੀ ਦੀ ਉਪਲਬਧਤਾ ਨਾਲ ਸੂਬੇ ਦੇ ਭੱਠਾ ਉਦਯੋਗ ਨੂੰ ਵੀ ਪ੍ਰਫੁਲਿਤ ਕੀਤਾ ਜਾ ਸਕੇਗਾ। ਉਨ੍ਹਾਂ ਕਿਹਾ ਕਿ ਸੂਬੇ ਦੇ ਢਾਂਚਾਗਤ ਵਿਕਾਸ ਵਿੱਚ ਭੱਠਾ ਉਦਯੋਗ ਦੀ ਵੱਡੀ ਭੂਮਿਕਾ ਹੈ। ਹਰ ਤਰ੍ਹਾਂ ਦੀ ਇਮਾਰਤਸਾਜ਼ੀ ਵਿੱਚ ਇੱਟਾਂ ਦੀ ਜ਼ਰੂਰਤ ਪੈਂਦੀ ਹੈ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਸੂਬੇ ਦੇ ਲੋਕਾਂ ਨੂੰ ਸਸਤੇ ਭਾਅ ਤੇ ਇੱਟਾਂ ਮੁਹੱਈਆ ਕਰਵਾਉਣਾ ਵੀ ਯਕੀਨੀ ਬਣਾਇਆ ਜਾ ਸਕੇਗਾ। ਉਹਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਅਤੇ ਭੱਠਾ ਮਾਲਕਾਂ ਦਾ ਸਮਾਂ ਬਰਬਾਦ ਕਰਨ ਵਾਲੀਆਂ ਸਾਰੀਆਂ ਬੇਲੋੜੀਆਂ ਸ਼ਰਤਾਂ ਖ਼ਤਮ ਕਰਕੇ ਆਨਲਾਈਨ ਪ੍ਰਣਾਲੀ ਲਾਗੂ ਕਰਨ ਦੀ ਵਿਉਂਤਬੰਦੀ ਕੀਤੀ ਜਾਵੇ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ 104 ਨਵੀਆਂ ਮਾਈਨਿੰਗ ਸਾਈਟਾਂ ਨੂੰ ਨਿਯਮਤ ਕਰਨ ਅਤੇ ਕਰੱਸ਼ਰ ਉਦਯੋਗ ਲਈ ਪਾਰਦਰਸ਼ੀ ਨੀਤੀਆਂ ਲਾਗੂ ਕਰਨ ਦੇ ਵੀ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦਾ ਉਦੇਸ਼ ਹੈ ਕਿ ਭੱਠਾ ਮਾਲਕਾਂ ਨੂੰ ਮਿੱਟੀ ਲਈ ਦੂਜੇ ਰਾਜਾਂ ਤੇ ਨਿਰਭਰ ਨਾ ਹੋਣਾ ਪਵੇ। ਇਸ ਨਾਲ ਜਿੱਥੇ ਸਸਤੇ ਭਾਅ ਤੇ ਭੱਠਾ ਮਾਲਕਾਂ ਨੂੰ ਮਿੱਟੀ ਮਿਲ ਸਕੇਗੀ, ਉੱਥੇ ਹੀ ਸੂਬੇ ਦੇ ਲੋਕਾਂ ਨੂੰ ਵੀ ਸਸਤੇ ਭਾਅ ਤੇ ਇੱਟਾਂ ਮਿਲਣੀਆਂ ਸ਼ੁਰੂ ਹੋ ਜਾਣਗੀਆਂ।
ਮੀਟਿੰਗ ਦੌਰਾਨ ਮਾਈਨਿੰਗ ਵਿਭਾਗ ਦੇ ਸਕੱਤਰ ਸ. ਗੁਰਕਿਰਤ ਕਿਰਪਾਲ ਸਿੰਘ, ਰਾਜ ਵਾਤਾਵਰਣ ਪ੍ਰਭਾਵ ਮੁਲਾਂਕਣ ਅਥਾਰਟੀ (ਸੀ.ਈ.ਆਈ.ਏ.ਏ.) ਦੇ ਚੇਅਰਮੈਨ ਸ੍ਰੀ ਜਤਿੰਦਰ ਕੁਮਾਰ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਦੇ ਚੇਅਰਮੈਨ ਡਾ. ਆਦਰਸ਼ ਪਾਲ ਵਿਗ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
Chandigarh
ਪੰਜਾਬ ਸਰਕਾਰ ਨੇ ਪਾਣੀ ਸੰਭਾਲ ਨੂੰ ਉਤਸ਼ਾਹਤ ਕਰਨ ਲਈ ਝੋਨੇ ਦੀ ਸਿੱਧੀ ਬਿਜਾਈ ਸਕੀਮ ਤਹਿਤ 9500 ਕਿਸਾਨਾਂ ਨੂੰ 4.34 ਕਰੋੜ ਰੁਪਏ ਵੰਡੇ : ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ, 13 ਮਾਰਚ (ਸ.ਬ.) ਪੰਜਾਬ ਸਰਕਾਰ ਨੇ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ) ਸਕੀਮ ਤਹਿਤ ਸਾਉਣੀ ਸੀਜ਼ਨ-2024 ਲਈ ਪਹਿਲੇ ਪੜਾਅ ਅਧੀਨ 9500 ਤੋਂ ਵੱਧ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 4.34 ਕਰੋੜ ਰੁਪਏ ਟ੍ਰਾਂਸਫਰ ਕਰ ਦਿੱਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸਾਉਣੀ ਸੀਜ਼ਨ-2024 ਦੌਰਾਨ 24 ਹਜ਼ਾਰ ਤੋਂ ਵੱਧ ਕਿਸਾਨਾਂ ਨੇ ਸਿੱਧੀ ਬਿਜਾਈ ਸਕੀਮ ਅਧੀਨ 2.53 ਲੱਖ ਏਕੜ ਜ਼ਮੀਨ ਡੀ.ਐਸ.ਆਰ. ਪੋਰਟਲ ਤੇ ਦਰਜ ਕੀਤੀ ਸੀ। ਉਨ੍ਹਾਂ ਦੱਸਿਆ ਕਿ ਸਬੰਧਤ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਤਸਦੀਕ ਕਰਨ ਤੋਂ ਬਾਅਦ ਖੇਤੀਬਾੜੀ ਵਿਭਾਗ ਨੇ ਪਹਿਲੇ ਪੜਾਅ ਤਹਿਤ 9500 ਤੋਂ ਵੱਧ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 4.34 ਕਰੋੜ ਰੁਪਏ ਰੁਪਏ ਟਰਾਂਸਫ਼ਰ ਕਰ ਦਿੱਤੇ ਹਨ।
ਸ. ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਲਈ ਉਤਸ਼ਾਹਿਤ ਕਰ ਰਹੀ ਹੈ। ਸੂਬਾ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਪ੍ਰੋਤਸਾਹਨ ਰਾਸ਼ੀ ਵਜੋਂ ਪ੍ਰਦਾਨ ਕੀਤੇ ਜਾ ਰਹੇ ਹਨ। ਇਹ ਰਕਮ ਸਿੱਧੀ ਕਿਸਾਨਾਂ ਦੇ ਖਾਤਿਆਂ ਵਿੱਚ ਤਬਦੀਲ ਕੀਤੀ ਜਾਂਦੀ ਹੈ। ਉਹਨਾਂ ਕਿਹਾ ਕਿ ਡੀ.ਐਸ.ਆਰ. ਦੀ ਬਕਾਇਆ ਰਾਸ਼ੀ ਵੀ ਇਸ ਮਹੀਨੇ ਦੇ ਅੰਦਰ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫ਼ਰ ਕਰ ਦਿੱਤੀ ਜਾਵੇਗੀ।
-
International2 months ago
ਐਲ ਪੀ ਜੀ ਗੈਸ ਨਾਲ ਭਰੇ ਟੈਂਕਰ ਵਿੱਚ ਧਮਾਕੇ ਦੌਰਾਨ 6 ਵਿਅਕਤੀਆਂ ਦੀ ਮੌਤ
-
International2 months ago
ਮੁੰਬਈ ਹਮਲੇ ਦੇ ਦੋਸ਼ੀ ਤਹੱਵੁਰ ਰਾਣਾ ਦੀ ਭਾਰਤ ਹਵਾਲਗੀ ਦੀ ਮਿਲੀ ਮਨਜ਼ੂਰੀ
-
International1 month ago
ਇੰਡੋਨੇਸ਼ੀਆ ਵਿੱਚ ਲੱਗੇ ਭੂਚਾਲ ਦੇ ਝਟਕੇ
-
International1 month ago
ਉੱਤਰੀ ਸੀਰੀਆ ਵਿੱਚ ਕਾਰ ਵਿੱਚ ਬੰਬ ਧਮਾਕਾ ਹੋਣ ਕਾਰਨ 15 ਵਿਅਕਤੀਆਂ ਦੀ ਮੌਤ
-
International1 month ago
ਅਮਰੀਕਾ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 6 ਵਿਅਕਤੀਆਂ ਦੀ ਮੌਤ
-
International1 month ago
ਹਸੀਨਾ ਦੇ ਨਜ਼ਦੀਕੀਆਂ ਦੇ ਘਰ ਨੂੰ ਅੱਗ ਲਗਾਉਣ ਤੋਂ ਬਾਅਦ ਅਵਾਮੀ ਲੀਗ ਦੇ ਨੇਤਾਵਾਂ ਦੇ ਘਰਾਂ ਦੀ ਭੰਨਤੋੜ
-
Editorial1 month ago
ਪੰਜਾਬ ਵਿੱਚ ਦਿਨੋਂ ਦਿਨ ਵੱਧ ਰਹੀ ਹੈ ਆਵਾਰਾ ਖੂੰਖਾਰ ਕੁੱਤਿਆਂ, ਪਸ਼ੂਆਂ ਅਤੇ ਬਾਂਦਰਾਂ ਦੀ ਸਮੱਸਿਆ
-
National2 months ago
ਕਪਿਲ ਸ਼ਰਮਾ, ਰੇਮੋ ਡਿਸੂਜ਼ਾ, ਸੁਗੰਧਾ ਮਿਸ਼ਰਾ ਅਤੇ ਰਾਜਪਾਲ ਯਾਦਵ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ