Editorial
ਦੇਸ਼ ਨੂੰ ਰੇਗਿਸਤਾਨ ਬਣਾ ਦੇਵੇਗਾ ਪਾਣੀ ਦਾ ਲਗਾਤਾਰ ਵੱਧਦਾ ਸੰਕਟ
ਪਿਛਲੇ ਕੁੱਝ ਸਾਲਾਂ ਦੌਰਾਨ ਮੌਸਮ ਵਿੱਚ ਆਉਣ ਵਾਲੀਆਂ ਲਗਾਤਾਰ ਤਬਦੀਲੀਆਂ ਨੇ ਸਾਡੇ ਪੌਣ ਪਾਣੀ ਤੇ ਬਹੁਤ ਵੱਡਾ ਅਸਰ ਪਾਇਆ ਹੈ ਅਤੇ ਇਸ ਕਾਰਨ ਪੂਰੇ ਵਿਸ਼ਵ ਦਾ ਵਾਤਾਵਰਨ ਪ੍ਰਭਾਵਿਤ ਹੋਇਆ ਹੈ। ਇਸ ਦੌਰਾਨ ਦੇਸ਼ ਦੇ ਇੱਕ ਵੱਡੇ ਹਿੱਸੇ ਵਿੱਚ ਪਾਣੀ ਦਾ ਸੰਕਟ ਵੀ ਲਗਾਤਾਰ ਆਪਣਾ ਅਸਰ ਵਿਖਾਉਂਦਾ ਆ ਰਿਹਾ ਹੈ ਅਤੇ ਪਿਛਲੇ ਕੁੱਝ ਸਾਲਾਂ ਤੋਂ ਪਾਣੀ ਦੀ ਲਗਾਤਾਰ ਹੁੰਦੀ ਕਮੀ ਕਾਰਨ ਦੇਸ਼ ਦੇ ਕਈ ਹਿੱਸਿਆਂ ਵਿੱਚ ਹਰ ਸਾਲ ਸੋਕੇ ਦੇ ਹਾਲਾਤ ਬਣ ਜਾਂਦੇ ਹਨ। ਇਹ ਵੀ ਕਿਹਾ ਜਾ ਸਕਦਾ ਹੈ ਕਿ ਪਾਣੀ ਦੀ ਸਾਂਭ ਸੰਭਾਲ ਨਾ ਹੋਣ ਕਾਰਨ ਸਾਡਾ ਦੇਸ਼ ਬੜੀ ਤੇਜੀ ਨਾਲ ਰੇਗਿਸਤਾਨ ਬਣਨ ਵੱਲ ਵੱਧ ਰਿਹਾ ਹੈ।
ਪੂਰੇ ਦੇਸ਼ ਵਾਂਗ ਪੰਜਾਬ ਵਿੱਚ ਵੀ ਪਾਣੀ ਦਾ ਸੰਕਟ ਲਗਾਤਾਰ ਵੱਧ ਰਿਹਾ ਹੈ ਅਤੇ ਜਮੀਨ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਨੀਵਾਂ ਹੁੰਦਾ ਜਾ ਰਿਹਾ ਹੈ। ਮਾਹਿਰਾਂ ਅਨੁਸਾਰ ਭਾਰਤ ਦੇ ਉਤਰੀ ਹਿੱਸੇ (ਜਿਸ ਵਿੱਚ ਪੰਜਾਬ ਵੀ ਆਉਂਦਾ ਹੈ) ਵਿੱਚ ਜਮੀਨ ਹੇਠਲੇ ਪਾਣੀ ਦਾ ਪੱਧਰ ਤੇਜੀ ਨਾਲ ਥੱਲੇ ਜਾ ਰਿਹਾ ਹੈ ਅਤੇ ਆਉਣ ਵਾਲੇ ਸਾਲਾਂ ਵਿੱਚ ਸਿਰਫ ਉਤਰੀ ਭਾਰਤ ਹੀ ਨਹੀਂ ਬਲਕਿ ਪੂਰਾ ਦੇਸ਼ ਹੀ ਪਾਣੀ ਦੇ ਇਸ ਗੰਭੀਰ ਸੰਕਟ ਵਿੱਚ ਫਸਣ ਵਾਲਾ ਹੈ। ਇਸਦਾ ਇੱਕ ਕਾਰਨ ਇਹ ਵੀ ਹੈ ਕਿ ਦੇਸ਼ ਦੀ ਆਬਾਦੀ ਵਿੱਚ ਹੋਣ ਵਾਲੇ ਲਗਾਤਾਰ ਵਾਧੇ ਕਾਰਨ ਜਿੱਥੇ ਪਾਣੀ ਦੀ ਖਪਤ ਲਗਾਤਾਰ ਵੱਧ ਰਹੀ ਹੈ ਉੱਥੇ ਪ੍ਰਤੀ ਵਿਅਕਤੀ ਪਾਣੀ ਦੀ ਉਪਲਬਧਤਾ ਵੀ ਘੱਟ ਹੁੰਦੀ ਜਾ ਰਹੀ ਹੈ।
ਦੇਸ਼ ਵਿੱਚ ਪਾਣੀ ਦੇ ਕੁਦਰਤੀ ਸਰੋਤ ਸੁੱਕ ਰਹੇ ਹਨ ਅਤੇ ਹਿਮਾਲਿਆ ਦੇ ਗਲੇਸ਼ੀਅਰ ਤੇਜੀ ਨਾਲ ਛੋਟੇ ਹੁੰਦੇ ਜਾ ਰਹੇ ਹਨ। ਅਗਰ ਇਹੀ ਹਾਲ ਰਿਹਾ ਤਾਂ ਇੱਕ ਦਿਨ ਇਹ ਗਲੇਸ਼ੀਅਰ ਬਿਲਕੁਲ ਹੀ ਖਤਮ ਹੋ ਜਾਣਗੇ ਅਤੇ ਅਜਿਹਾ ਹੋਣ ਤੇ ਇਹਨਾਂ ਤੋਂ ਮਿਲਣ ਵਾਲੇ ਪਾਣੀ ਦੀ ਅਣਹੋਂਦ ਕਾਰਨ ਗੰਗਾ, ਯਮੁਨਾ ਅਤੇ ਹੋਰ ਨਦੀਆਂ ਵੀ ਸੁੁੱਕ ਜਾਣੀਆਂ ਹਨ। ਇਸ ਸੰਬੰਧੀ ਯੂਨੈਸਕੋ ਵੱਲੋਂ ਚਾਰ ਸਾਲ ਪਹਿਲਾਂ ਬਾਕਾਇਦਾ ਰਿਪੋਰਟ ਜਾਰੀ ਕਰਕੇ ਦਾਅਵਾ ਕੀਤਾ ਜਾ ਚੁੱਕਿਆ ਹੈ ਕਿ ਭਾਰਤ ਤੇਜੀ ਨਾਲ ਮਾਰੂਥਲ ਬਣਨ ਵੱਲ ਵੱਧ ਰਿਹਾ ਹੈ ਅਤੇ ਇਸ ਰਿਪੋਰਟ ਅਨੁਸਾਰ ਅਗਲੇ ਤੀਹ ਸਾਲਾਂ (2050 ਤਕ) ਵਿੱਚ ਭਾਰਤ ਵਿੱਚ ਬਹੁਤ ਵੱਡੇ ਪੱਧਰ ਉਪਰ ਪਾਣੀ ਦਾ ਸੰਕਟ ਆ ਜਾਵੇਗਾ। ਰਿਪੋਰਟ ਵਿੱਚ ਇਹ ਵੀ ਕਿਹਾ ਗਿਆ ਸੀ ਕਿ ਇਸ ਸੰਕਟ ਤੋਂ ਬਚਣ ਲਈ ਜੇਕਰ ਤੁਰੰਤ (ਜੰਗੀ ਪੱਧਰ ਤੇ) ਕਦਮ ਨਾ ਚੁੱਕੇ ਗਏ ਤਾਂ ਦੇਸ਼ ਦਾ ਵੱਡਾ ਖੇਤਰ ਮਾਰੂਥਲ ਬਣ ਸਕਦਾ ਹੈ।
ਮਾਹਿਰ ਦੱਸਦੇ ਹਨ ਕਿ ਆਉਣ ਵਾਲੇ ਤੀਹ ਸਾਲਾਂ ਤਕ ਭਾਰਤ ਦੇ ਪਾਣੀ ਦੇ ਸਰੋਤਾਂ ਵਿੱਚ 40 ਫੀਸਦੀ ਤੋਂ ਵੀ ਵੱਧ ਦੀ ਕਮੀ ਆ ਜਾਵੇਗੀ ਅਤੇ ਇਸ ਕਾਰਨ ਇਸ ਖੇਤਰ ਵਿੱਚ ਪਾਣੀ ਦਾ ਭਾਰੀ ਸੰਕਟ ਖੜਾ ਹੋ ਜਾਵੇਗਾ। ਸਾਡੇ ਦੇਸ਼ ਵਿੱਚ ਪਾਣੀ ਦੀ ਉਪਲਬਧਤਾ ਸਬੰਧੀ ਹਾਲਾਤ ਇੰਨੇ ਜਿਆਦਾ ਖਰਾਬ ਹਨ ਕਿ ਜੇਕਰ ਪਾਣੀ ਬਚਾਉਣ ਲਈ ਜੰਗੀ ਪੱਧਰ ਤੇ ਉਪਰਾਲੇ ਨਾ ਹੋਏ ਤਾਂ ਆਉਣ ਵਾਲੇ ਸਾਲਾਂ ਵਿੱਚ ਪਾਣੀ ਦਾ ਗੰਭੀਰ ਸੰਕਟ ਆਉਣਾ ਤੈਅ ਹੈ ਪਰੰਤੂ ਹੈਰਾਨੀ ਦੀ ਗੱਲ ਹੈ ਕਿ ਇਸ ਸਭ ਦੇ ਬਾਵਜੂਦ ਕੇਂਦਰ ਅਤੇ ਰਾਜ ਸਰਕਾਰਾਂ ਵਲੋਂ ਪਾਣੀ ਨੂੰ ਬਚਾਉਣ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ ਹੈ। ਪਾਣੀ ਦੇ ਆ ਰਹੇ ਇਸ ਸੰਕਟ ਦੇ ਹਲ ਲਈ ਹੁਣ ਤਕ ਸਿਰਫ ਜੁਬਾਨੀ ਜਮਾਂ ਖਰਚ ਹੀ ਹੁੰਦਾ ਰਿਹਾ ਹੈ ਅਤੇ ਠੋਸ ਕਾਰਵਾਈ ਘੱਟ ਹੀ ਹੋਈ ਹੈ।
ਇਹੀ ਕਾਰਨ ਹੈ ਕਿ ਦੇਸ਼ ਵਿੱਚ ਪ੍ਰਤੀ ਵਿਅਕਤੀ ਪਾਣੀ ਦੀ ਉਪਲਬਧਤਾ ਲਗਾਤਾਰ ਘੱਟਦੀ ਜਾ ਰਹੀ ਹੈ। ਸਾਲ 2001 ਵਿੱਚ ਪ੍ਰਤੀ ਵਿਅਕਤੀ ਪਾਣੀ ਦੀ ਉਪਲਬਧਤਾ 1820 ਘਣ ਮੀਟਰ ਸੀ ਜੋ ਕਿ ਸਾਲ 2011 ਵਿੱਚ 1545 ਘਣ ਮੀਟਰ ਰਹਿ ਗਈ ਅਤੇ 2015 ਤਕ ਇਹ ਉਪਲਬਧਤਾ 1341 ਘਣ ਮੀਟਰ ਰਹਿ ਗਈ। 2050 ਵਿੱਚ ਪ੍ਰਤੀ ਵਿਅਕਤੀ ਪਾਣੀ ਦੀ ਉਪਲਬਧਤਾ 1140 ਘਣ ਮੀਟਰ ਰਹਿ ਜਾਣ ਦਾ ਖਤਰਾ ਬਣਿਆ ਹੋਇਆ ਹੈ। ਯੂਨੈਸਕੋ ਦੇ ਅੰਕੜੇ ਦਸਦੇ ਹਨ ਕਿ ਭਾਰਤ ਵਿੱਚ 10 ਕਰੋੜ ਤੋਂ ਵੱਧ ਲੋਕਾਂ ਨੂੰ ਪੀਣ ਲਈ ਸ਼ੁੱਧ ਪਾਣੀ ਨਹੀਂ ਮਿਲ ਰਿਹਾ। ਇਹ ਵੀ ਇੱਕ ਹਕੀਕਤ ਹੈ ਕਿ ਭਾਰਤ ਵਿੱਚ ਹਰ ਸਾਲ ਇੱਕ ਲੱਖ ਤੋਂ ਵੱਧ ਬੱਚੇ ਗੰਦੇ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਕਾਰਨ ਮਰ ਜਾਂਦੇ ਹਨ।
ਦੇਸ਼ ਵਿੱਚ ਵੱਡੀ ਗਿਣਤੀ ਵਿੱਚ ਮੌਜੂਦ ਦਰਿਆਵਾਂ ਅਤੇ ਨਦੀ ਨਾਲਿਆਂ ਦੇ ਬਾਵਜੂਦ ਦੇਸ਼ ਦੀ 80 ਫੀਸਦੀ ਤਕ ਪਾਣੀ ਦੀ ਲੋੜ ਧਰਤੀ ਹੇਠਲੇ ਪਾਣੀ ਰਾਹੀਂ ਹੀ ਪੂਰੀ ਕੀਤੀ ਜਾਂਦੀ ਹੈ ਜਿਸ ਕਰਕੇ ਧਰਤੀ ਹੇਠਲੇ ਪਾਣੀ ਦਾ ਪੱਧਰ ਦਿਨੋਂ ਦਿਨ ਨੀਵਾਂ ਹੁੰਦਾ ਜਾ ਰਿਹਾ ਹੈ। ਧਰਤੀ ਹੇਠਲਾ ਪਾਣੀ ਤਾਂ ਅਸੀਂ ਬਾਹਰ ਕੱਢ ਹੀ ਰਹੇ ਹਾਂ ਪਰ ਧਰਤੀ ਹੇਠਾਂ ਮੁੜ ਪਾਣੀ ਭੇਜਣ ਬਾਰੇ ਕੋਈ ਕੁੱਝ ਨਹੀਂ ਸੋਚਦਾ। ਵਿਸ਼ਵ ਦੇ ਕਈ ਦੇਸ਼ਾਂ ਵਿੱਚ ਖੇਤੀ ਵਾਸਤੇ ਧਰਤੀ ਹੇਠਲੇ ਪਾਣੀ ਦੀ ਵਰਤੋਂ ਉਪਰ ਪੂਰਨ ਪਾਬੰਦੀ ਹੈ। ਉਹਨਾਂ ਦੇਸ਼ਾਂ ਵਿੱਚ ਸਾਰੀ ਖੇਤੀ ਨਹਿਰੀ ਪਾਣੀ ਅਤੇ ਬਰਸਾਤੀ ਪਾਣੀ ਨਾਲ ਹੀ ਕੀਤੀ ਜਾਂਦੀ ਹੈ।
ਇਸ ਸੰਬਧੀ ਸਰਕਾਰ ਦੀ ਇਹ ਜਿੰਮੇਵਾਰੀ ਬਣਦੀ ਹੈ ਕਿ ਉਹ ਪਾਣੀ ਦੇ ਲਗਾਤਾਰ ਵੱਧਦੇ ਸੰਕਟ ਨੂੰ ਗੰਭੀਰਤਾ ਨਾਲ ਲਵੇ ਅਤੇ ਆਉਣ ਵਾਲੇ ਸਾਲਾਂ ਵਿੱਚ ਆਉਣ ਵਾਲੇ ਪਾਣੀ ਦੇ ਇਸ ਗੰਭੀਰ ਸੰਕਟ ਤੋਂ ਬਚਾਓ ਲਈ ਜੰਗੀ ਪੱਧਰ ਤੇ ਉਪਰਾਲੇ ਆਰੰਭ ਕੀਤੇ ਜਾਣ ਤਾਂ ਜੋ ਆਉਣ ਵਾਲੇ ਸਾਲਾਂ ਦੌਰਾਨ ਦੇਸ਼ ਨੂੰ ਮਾਰੂਥਲ ਬਣਨ ਤੋਂ ਬਚਾਇਆ ਜਾ ਸਕੇ।
Editorial
ਡੀਜਲ ਅਤੇ ਪੈਟਰੋਲ ਨੂੰ ਜੀ ਐਸ ਟੀ ਦੇ ਦਾਇਰੇ ਵਿੱਚ ਸ਼ਾਮਿਲ ਕਰਕੇ ਲੋਕਾਂ ਨੂੰ ਰਾਹਤ ਦੇਵੇ ਸਰਕਾਰ
ਲਗਾਤਾਰ ਵੱਧਦੀ ਮਹਿੰਗਾਈ ਸਾਡੇ ਦੇਸ਼ ਦੀ ਸਭਤੋਂ ਵੱਡੀ ਸਮੱਸਿਆ ਬਣੀ ਹੋਈ ਹੈ ਅਤੇ ਲਗਾਤਾਰ ਵੱਧਦੀ ਮਹਿੰਗਾਈ ਦੀ ਇਸ ਮਾਰ ਨਾਲ ਆਮ ਲੋਕਾਂ ਦੀ ਆਰਥਿਕ ਹਾਲਤ ਬੁਰੀ ਤਰ੍ਹਾਂ ਡਾਵਾਂਡੋਲ ਹੋ ਗਈ ਹੈ। ਪਿਛਲੇ ਸਾਲਾਂ ਦੌਰਾਨ ਮਹਿੰਗਾਈ ਵਿੱਚ ਹੁੰਦੇ ਲਗਾਤਾਰ ਵਾਧੇ ਕਾਰਨ ਆਮ ਆਦਮੀ ਬੁਰੀ ਤਰ੍ਹਾਂ ਪਰੇਸ਼ਾਨ ਹੈ ਅਤੇ ਇਸ ਕਾਰਨ ਆਮ ਲੋਕਾਂ ਦਾ ਗੁਜਾਰਾ ਤਕ ਔਖਾ ਹੋ ਚੁੱਕਿਆ ਹੈ। ਜਮੀਨੀ ਹਾਲਾਤ ਇਹ ਹਨ ਕਿ ਇਸ ਵੇਲੇ ਲੋਕਾਂ ਨੂੰ ਆਪਣੀ ਜਿੰਦਗੀ ਦੇ ਸਭਤੋਂ ਬੁਰੇ ਹਾਲਾਤ ਦਾ ਸਾਮ੍ਹਣਾ ਕਰਨਾ ਪੈ ਰਿਹਾ ਹੈ ਅਤੇ ਉਹਨਾਂ ਨੂੰ ਆਪਣੇ ਜਰੂਰੀ ਖਰਚੇ ਕਰਨ ਲਈ ਵੀ ਕਰਜੇ ਲੈਣੇ ਪੈ ਰਹੇ ਹਨ। ਦੂਜੇ ਪਾਸੇ ਸਰਕਾਰ ਹੈ ਜਿਸ ਵਲੋਂ ਲੋਕਾਂ ਨੂੰ ਕੋਈ ਰਾਹਤ ਦੇਣ ਦੀ ਥਾਂ ਆਮ ਲੋਕਾਂ ਦੀ ਵਰਤੋਂ ਦੀ ਹਰ ਛੋਟੀ ਵੱਡੀ ਵਸਤੂ ਤੇ ਭਾਰੀ ਟੈਕਸ ਲਗਾ ਕੇ ਲੋਕਾਂ ਤੇ ਹੋਰ ਵੀ ਭਾਰ ਪਾ ਦਿੱਤਾ ਗਿਆ ਹੈ।
ਮੌਜੂਦਾ ਹਾਲਾਤਾਂ ਵਿੱਚ ਆਮ ਆਦਮੀ ਬੁਰੀ ਤਰ੍ਹਾਂ ਬਦਹਾਲ ਹੋ ਚੁੱਕਿਆ ਅਤੇ ਉਸਨੂੰ ਕਿਸੇ ਪਾਸਿੳਂ ਵੀ ਰਾਹਤ ਮਿਲਦੀ ਨਹੀਂ ਦਿਖ ਰਹੀ ਹੈ। 5 ਸਾਲ ਪਹਿਲਾਂ ਆਈ ਕੋਵਿਡ ਦੀ ਮਹਾਮਾਰੀ ਕਾਰਨ ਜਿਹੜੀ ਆਰਥਿਕ ਤਬਾਹੀ ਹੋਈ ਸੀ ਉਸਦੀ ਮਾਰ ਭਾਵੇਂ ਘੱਟ ਹੋ ਗਈ ਹੈ ਅਤੇ ਸ਼ੇਅਰ ਬਾਜਾਰ ਦਾ ਅੰਕੜਾ ਵੀ ਬੁਲੰਦੀਆਂ ਤੇ ਹੈ ਪਰੰਤੂ ਆਮ ਲੋਕਾਂ ਦੀ ਆਰਥਿਕ ਹਾਲਤ ਵਿੱਚ ਸੁਧਾਰ ਹੁੰਦਾ ਨਹੀਂ ਦਿਖ ਰਿਹਾ ਹੈ। ਇਸ ਸਾਰੇ ਕੁੱਝ ਨੂੰ ਮੁੱਖ ਰੱਖਦਿਆਂ ਸਰਕਾਰ ਦੀ ਇਹ ਜਿੰਮੇਵਾਰੀ ਬਣਦੀ ਹੈ ਕਿ ਉਹ ਆਪਣੀ ਜਨਤਾ ਨੂੰ ਰਾਹਤ ਦੇਣ ਲਈ ਲੋੜੀਂਦੇ ਕਦਮ ਚੁੱਕੇ ਪਰੰਤੂ ਸਰਕਾਰ ਹੈ ਕਿ ਉਸ ਵਲੋਂ ਉਲਟਾ ਪੈਟਰੋਲ ਅਤੇ ਡੀਜਲ ਤੇ ਭਾਰੀ ਭਰਕਮ ਟੈਕਸ ਲਗਾ ਕੇ ਲੋਕਾਂ ਦੀ ਆਰਥਿਕ ਲੁੱਟ ਕੀਤੀ ਜਾ ਰਹੀ ਹੈ।
ਕੇਂਦਰ ਅਤੇ ਰਾਜ ਸਰਕਾਰਾਂ ਵਲੋਂ ਡੀਜਲ ਅਤੇ ਪੈਟਰੋਲ ਉੱਪਰ ਲਗਾਇਆ ਜਾਣ ਵਾਲਾ ਭਾਰੀ ਭਰਕਮ ਟੈਕਸ ਆਮ ਲੋਕਾਂ ਨੂੰ ਬੁਰੀ ਤਰ੍ਹਾਂ ਚੁਭਦਾ ਹੈ ਅਤੇ ਇਸ ਸੰਬੰਧੀ ਲੰਬੇ ਸਮੇਂ ਤੋਂ ਇਹ ਮੰਗ ਉਠ ਰਹੀ ਹੈ ਕਿ ਸਰਕਾਰ ਵਲੋਂ ਪੈਟਰੋਲ ਅਤੇ ਡੀਜਲ ਉੱਪਰ ਵੱਖੋ ਵੱਖਰੇ ਅਤੇ ਭਾਰੀ ਭਰਕਮ ਟੈਕਸ ਲਗਾਉਣ ਦੀ ਥਾਂ ਇਹਨਾਂ ਨੂੰ ਜੀ ਐਸ ਟੀ ਦੇ ਦਾਇਰੇ ਵਿੱਚ ਸ਼ਾਮਿਲ ਕੀਤਾ ਜਾਵੇ ਤਾਂ ਜੋ ਆਮ ਜਨਤਾ ਨੂੰ ਇਹਨਾਂ ਉੱਪਰ ਲਗਾਏ ਜਾਣ ਵਾਲੇ ਵੱਖ ਵੱਖ ਟੈਕਸਾਂ ਤੋਂ ਰਾਹਤ ਮਿਲੇ, ਪਰੰਤੂ ਸਰਕਾਰ ਵਲੋਂ ਕਿਸੇ ਨਾ ਕਿਸੇ ਬਹਾਨੇ ਇਸ ਮੰਗ ਨੂੰ ਟਾਲਿਆ ਜਾਂਦਾ ਰਿਹਾ ਹੈ।
ਕੇਂਦਰ ਅਤੇ ਰਾਜ ਸਰਕਾਰਾਂ ਵਲੋਂ ਪੈਟਰੋਲ ਅਤੇ ਡੀਜਲ ਦੀ ਵਿਕਰੀ ਤੇ ਵਸੂਲੇ ਜਾਂਦੇ ਇਹਨਾਂ ਭਾਰੀ ਭਰਕਮ ਟੈਕਸਾਂ ਕਾਰਨ ਨਾ ਸਿਰਫ ਪੈਟਰੋਲ ਅਤੇ ਡੀਜਲ ਦੀ ਕੀਮਤ ਬਹੁਤ ਜਿਆਦਾ ਵੱਧ ਗਈ ਹੈ ਬਲਕਿ ਇਸ ਕਾਰਨ ਮਹਿੰਗਾਈ ਵਿੱਚ ਵੀ ਅਸਹਿ ਵਾਧਾ ਹੋਇਆ ਹੈ ਜਿਸ ਕਾਰਨ ਪਹਿਲਾਂ ਤੋਂ ਹੀ ਬੁਰੀ ਤਰ੍ਹਾਂ ਤੰਗ ਹੋ ਚੁਕੇ ਆਮ ਲੋਕਾਂ ਦੀ ਹਾਲਤ ਹੋਰ ਵੀ ਪਤਲੀ ਹੁੰਦੀ ਜਾ ਰਹੀ ਹੈ। ਇਸ ਵੇਲੇ ਅੰਤਰਰਾਸ਼ਟਰੀ ਬਾਜਾਰ ਵਿੱਚ ਕੱਚੇ ਤੇਲ ਦੀ ਕੀਮਤ ਕਾਫੀ ਘੱਟ ਹੋ ਜਾਣ ਦੇ ਬਾਵਜੂਦ ਦੇਸ਼ ਵਿੱਚ ਪੈਟਰੋਲ ਅਤੇ ਡੀਜਲ ਦੀ ਕੀਮਤ ਬਹੁਤ ਜਿਆਦਾ ਹੈ, ਇਹ ਮੰਗ ਫਿਰ ਜੋਰ ਫੜਣ ਲੱਗ ਗਈ ਹੈ।
ਇਸ ਸੰਬੰਧੀ ਵਿੱਤੀ ਮਾਹਿਰ ਦੱਸਦੇ ਹਨ ਕਿ ਜੇਕਰ ਪੈਟਰੋਲ ਅਤੇ ਡੀਜਲ ਨੂੰ ਜੀ ਐਸ ਟੀ ਵਿੱਚ ਸ਼ਾਮਿਲ ਕੀਤਾ ਜਾਂਦਾ ਹੈ ਤਾਂ ਇਹਨਾਂ ਦੋਵਾਂ ਦੀ ਕੀਮਤ 30 ਤੋਂ 35 ਰੁਪਏ ਪ੍ਰਤੀ ਲੀਟਰ ਤਕ ਘੱਟ ਹੋ ਸਕਦੀ ਹੈ ਅਤੇ ਜੇਕਰ ਅਜਿਹਾ ਹੁੰਦਾ ਹੈ ਤਾਂ ਇਸ ਨਾਲ ਮਹਿੰਗਾਈ ਦਰ ਦੇ ਹੇਠਾਂ ਆਉਣ ਨਾਲ ਦੇਸ਼ ਦੀ ਆਰਥਿਕਤਾ ਨੂੰ ਭਾਰੀ ਹੁਲਾਰਾ ਮਿਲ ਸਕਦਾ ਹੈ। ਵਿੱਤੀ ਮਾਹਿਰਾਂ ਅਨੁਸਾਰ ਜਿੱਥੋਂ ਤਕ ਸਰਕਾਰ ਨੂੰ ਟੈਕਸ ਦੀ ਕਮੀ ਕਾਰਨ ਹੋਣ ਵਾਲੇ ਘਾਟੇ ਦੀ ਗੱਲ ਹੈ ਤਾਂ ਉਸਦੀ ਭਰਪਾਈ ਮਹਿੰਗਾਈ ਵਿੱਚ ਹੋਣ ਵਾਲੀ ਕਟੌਤੀ ਕਾਰਨ ਦੇਸ਼ ਦੇ ਆਰਥਿਕ ਵਾਧੇ ਦੇ ਵਿਕਾਸ ਕਾਰਨ ਵਧਣ ਵਾਲੀ ਟੈਕਸਾਂ ਦੀ ਵਸੂਲੀ ਨਾਲ ਹੋ ਜਾਣੀ ਹੈ। ਲੋੜ ਸਿਰਫ ਸਰਕਾਰ ਦਾ ਨਜਰੀਆ ਬਦਲਣ ਦੀ ਹੈ ਕਿਉਂਕਿ ਜੇਕਰ ਲੋਕਾਂ ਕੋਲ ਬਾਜਾਰ ਵਿੱਚ ਖਰਚ ਕਰਨ ਲਈ ਜਿਆਦਾ ਰਕਮ ਹੋਵੇਗੀ ਤਾਂ ਉਸ ਨਾਲ ਪੂਰੇ ਬਾਜਾਰ ਵਿੱਚ ਖਰੀਦੋ ਫਰੋਖਤ ਵਧੇਗੀ ਜਿਸ ਨਾਲ ਨਾ ਸਿਰਫ ਲੋਕਾਂ ਦੀ ਕਮਾਈ ਵਿੱਚ ਵਾਧਾ ਹੋਵੇਗਾ ਬਲਕਿ ਸਰਕਾਰ ਦੀ ਟੈਕਸਾਂ ਨਾਲ ਹੋਣ ਵਾਲੀ ਆਮਦਨ ਵੀ ਵਧੇਗੀ।
ਕੇਂਦਰ ਅਤੇ ਰਾਜ ਸਰਕਾਰਾਂ ਨੂੰ ਚਾਹੀਦਾ ਹੈ ਕਿ ਉਹ ਪੈਟਰੋਲ ਅਤੇ ਡੀਜਲ ਨੂੰ ਜੀ ਐਸ ਟੀ ਦੇ ਘੇਰੇ ਵਿੱਚ ਸ਼ਾਮਿਲ ਕਰਨ ਲਈ ਆਪਸੀ ਸਹਿਮਤੀ ਕਾਇਮ ਕਰਨ ਅਤੇ ਇਹਨਾਂ ਵਸਤਾਂ ਨੂੰ ਛੇਤੀ ਤੋਂ ਛੇਤੀ ਜੀ ਐਸ ਟੀ ਦੇ ਦਾਇਰੇ ਵਿੱਚ ਸ਼ਾਮਿਲ ਕੀਤਾ ਜਾਵੇ ਤਾਂ ਜੋ ਆਮ ਲੋਕਾਂ ਨੂੰ ਲਗਾਤਾਰ ਵੱਧਦੀ ਮਹਿੰਗਾਈ ਤੋਂ ਰਾਹਤ ਮਿਲੇ ਅਤੇ ਮਹਿੰਗਾਈ ਵਿੱਚ ਹੋਣ ਵਾਲੀ ਕਟੌਤੀ ਨਾਲ ਦੇਸ਼ ਦੀ ਬਦਹਾਲ ਆਰਥਿਕਤਾ ਨੂੰ ਵੀ ਸਹਾਰਾ ਮਿਲੇ। ਆਮ ਜਨਤਾ ਨੂੰ ਰਾਹਤ ਦੇਣ ਲਈ ਅਜਿਹਾ ਕੀਤਾ ਜਾਣਾ ਬਹੁਤ ਜਰੂਰੀ ਹੈ ਇਸ ਲਈ ਸਰਕਾਰ ਨੂੰ ਇਸ ਸੰਬੰਧੀ ਤੁਰੰਤ ਕਦਮ ਚੁੱਕੇ ਜਾਣੇ ਚਾਹੀਦੇ ਹਨ।
Editorial
ਭਾਰਤੀ ਨੌਜਵਾਨਾਂ ਦੇ ਲਗਾਤਾਰ ਵੱਧਦੇ ਪਰਵਾਸ ਨੂੰ ਠੱਲ ਨਹੀਂ ਪਾ ਸਕੀ ਕੋਈ ਵੀ ਸਰਕਾਰ
ਪੰਜਾਬ ਸਮੇਤ ਭਾਰਤ ਦੇ ਵੱਖ-ਵੱਖ ਰਾਜਾਂ ਦੇ ਨੌਜਵਾਨਾਂ ਵਿੱਚ ਵਿਦੇਸ਼ ਜਾਣ ਦਾ ਰੁਝਾਨ ਦਿਨੋਂ ਦਿਨ ਵੱਧ ਜਾ ਰਿਹਾ ਹੈ। ਇਹਨਾਂ ਵਿੱਚੋਂ ਵੱਡੀ ਗਿਣਤੀ ਨੌਜਵਾਨ ਤਾਂ ਜਾਇਜ਼ ਤਰੀਕੇ ਨਾਲ ਵਿਦੇਸ਼ ਚਲੇ ਜਾਂਦੇ ਹਨ, ਪਰੰਤੂ ਜਿਹੜੇ ਨੌਜਵਾਨ ਜਾਇਜ਼ ਅਤੇ ਕਾਨੂੰਨੀ ਤਰੀਕਿਆਂ ਨਾਲ ਵਿਦੇਸ਼ ਨਹੀਂ ਜਾ ਸਕਦੇ ਉਹ ਨੌਜਵਾਨ ਫੇਰ ‘ਡੰਕੀ’ ਲਗਾ ਕੇ ਵਿਦੇਸ਼ ਜਾਣ ਦਾ ਯਤਨ ਕਰਦੇ ਹਨ। ਗੈਰਕਾਨੂੰਨੀ ਤਰੀਕਿਆਂ ਨਾਲ ਕੀਤੇ ਜਾਣ ਵਾਲੇ ਪਰਵਾਸ ਨੂੰ ਡੰਕੀ ਰੂਟ ਜਾਂ ਡੰਕੀ ਲਗਾ ਕੇ ਵਿਦੇਸ਼ ਜਾਣਾ ਕਹਿੰਦੇ ਹਨ।
ਸਾਡੇ ਦੇਸ਼ ਵਿੱਚ ਗੈਰਕਾਨੂੰਨੀ ਤਰੀਕੇ ਨਾਲ (ਡੰਕੀ ਰੂਟ ਰਾਹੀਂ) ਵਿਦੇਸ਼ ਜਾਣ ਦਾ ਰੁਝਾਨ ਲਗਾਤਰ ਵਧਦਾ ਜਾ ਰਿਹਾ ਹੈ, ਜੋ ਕਿ ਸਰਕਾਰਾਂ ਲਈ ਚਿੰਤਾ ਦਾ ਵਿਸ਼ਾ ਹੋਣਾ ਚਾਹੀਦਾ ਹੈ ਪਰ ਕੇਂਦਰ ਅਤੇ ਵੱਖ-ਵੱਖ ਰਾਜਾਂ ਦੀਆਂ ਸਰਕਾਰਾਂ ਦੀ ਹਾਲਤ ਇਹ ਹੈ ਕਿ ਉਹ ਹੋਰਨਾਂ ਕੰਮਾਂ ਵਿੱਚ ਅਜਿਹੀਆਂ ਰੁਝੀਆਂ ਹੋਈਆਂ ਹਨ ਕਿ ਉਹਨਾਂ ਕੋਲ ਨੌਜਵਾਨਾਂ ਬਾਰੇ ਸੋਚਣ ਦਾ ਸਮਾਂ ਨਹੀਂ ਹੈ।
ਕੇਂਦਰ ਸਰਕਾਰ ਅਤੇ ਰਾਜ ਸਰਕਾਰਾਂ ਅਕਸਰ ਦਾਅਵੇ ਤਾਂ ਕਰਦੀਆਂ ਹਨ ਕਿ ਉਹਨਾਂ ਵੱਲੋਂ ਦੇਸ਼ ਦੇ ਨੌਜਵਾਨਾਂ ਦੀ ਭਲਾਈ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ ਪਰ ਵੱਡੀ ਗਿਣਤੀ ਨੌਜਵਾਨ ਬੇਰੁਜ਼ਗਾਰ ਹੋਣ ਕਾਰਨ ਵਿਦੇਸ਼ ਜਾਣ ਲਈ ਮਜ਼ਬੂਰ ਹਨ ਅਤੇ ਬੇਰੁਜ਼ਗਾਰਾਂ ਦੀ ਇਹ ਵੱਡੀ ਗਿਣਤੀ ਸਰਕਾਰਾਂ ਦੀ ਕਾਰਗੁਜਾਰੀ ਦੀ ਪੋਲ ਖੋਲ ਰਹੀ ਹੈ।
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੱਤਾਧਾਰੀ ਧਿਰ ਆਗੂ ਅਕਸਰ ਦਾਅਵਾ ਕਰਦੇ ਹਨ ਕਿ ਭਾਰਤ ਜਲਦੀ ਹੀ ਵਿਸ਼ਵ ਦੀ ਤੀਜੀ ਵੱਡੀ ਅਰਥ ਵਿਵਸਥਾ ਬਣਨ ਵਾਲਾ ਹੈ, ਪਰ ਭਾਰਤ ਦੇ ਵੱਖ ਵੱਖ ਇਲਾਕਿਆਂ ਤੋਂ ਜਿਸ ਤਰੀਕੇ ਨਾਲ ਵੱਡੀ ਗਿਣਤੀ ਨੌਜਵਾਨ ਵਿਦੇਸ਼ ਜਾ ਰਹੇ ਹਨ, ਉਹ ਆਪਣੀ ਕਹਾਣੀ ਆਪ ਕਹਿ ਰਹੇ ਹਨ। ਭਾਰਤ ਤੋਂ ਦੂਜੇ ਦੇਸ਼ਾਂ ਨੂੰ ਨੌਜਵਾਨਾਂ ਦੇ ਹੋ ਰਹੇ ਪਰਵਾਸ ਅਤੇ ਗੈਰਕਾਨੂੰਨੀ ਪਰਵਾਸ ਦਾ ਮੁੱਖ ਕਾਰਨ ਭਾਰਤ ਵਿੱਚ ਫੈਲੀ ਹੋਈ ਬੇਰੁਜ਼ਗਾਰੀ ਹੀ ਹੈ। ਡੰਕੀ ਰੂਟ ਰਾਹੀਂ ਵਿਦੇਸ਼ ਜਾਣ ਵਾਲੇ ਨੌਜਵਾਨਾਂ ਕਹਿੰਦੇ ਹਨ ਕਿ ਉਨ੍ਹਾਂ ਨੂੰ ਬੇਰੁਜ਼ਗਾਰੀ ਕਾਰਨ ਵਿਦੇਸ਼ ਜਾਣ ਲਈ ਮਜਬੂਰ ਹੋਣਾ ਪਿਆ ਅਤੇ ਇਸ ਦੌਰਾਨ ਉਨ੍ਹਾਂ ਨੂੰ ਵਿਦੇਸ਼ੀ ਧਰਤੀ ਉਤੇ ਭਾਰੀ ਮੁਸ਼ਕਿਲਾਂ ਵੀ ਝੱਲਣੀਆਂ ਪਈਆਂ।
ਨਵੇਂ ਸਾਲ 2025 ਦੀ ਸ਼ੁਰੂਆਤ ਨਾਲ ਦੇਸ਼ ਦੇ ਵੱਡੀ ਗਿਣਤੀ ਲੋਕਾਂ ਵਿੱਚ ਆਸ ਬਣੀ ਸੀ ਕਿ ਭਾਰਤ ਸਰਕਾਰ ਇਸ ਨਵੇਂ ਸਾਲ ਦੀ ਸ਼ੁਰੂਆਤ ਵਿੱਚ ਹੀ ਕੁੱਝ ਅਜਿਹਾ ਕਰੇਗੀ ਜਿਸ ਨਾਲ ਭਾਰਤੀ ਨੌਜਵਾਨਾਂ ਨੂੰ ਇਸ ਸਾਲ ਵਿਦੇਸ਼ ਜਾਣ ਦੀ ਲੋੜ ਨਹੀਂ ਪਵੇਗੀ ਅਤੇ ਉਹ ਭਾਰਤ ਵਿੱਚ ਰਹਿ ਕੇ ਹੀ ਚੰਗੀਆਂ ਨੌਕਰੀਆਂ ਕਰਨ ਲੱਗ ਜਾਣਗੇ ਜਾਂ ਚੰਗੇ ਕੰਮ ਧੰਦੇ ਲੱਗ ਜਾਣਗੇ ਪਰੰਤੂ ਨੌਜਵਾਨਾਂ ਦੇ ਵਿਦੇਸ਼ਾਂ ਨੂੰ ਹੋ ਰਹੇ ਪਰਵਾਸ ਨੂੰ ਰੋਕਣ ਲਈ ਕੇਂਦਰ ਸਰਕਾਰ ਵਲੋਂ (ਹੁਣ ਤਕ) ਕੋਈ ਉਪਰਾਲਾ ਨਹੀਂ ਕੀਤਾ ਗਆ ਹੈ ਅਤੇ ਅਜਿਹਾ ਨਹੀਂ ਲੱਗਦਾ ਕਿ ਭਾਰਤ ਸਰਕਾਰ ਨੌਜਵਾਨਾਂ ਦੇ ਪਰਵਾਸ ਨੂੰ ਗੰਭੀਰ ਨਾਲ ਲੈ ਰਹੀ ਹੈ।
ਜੇਕਰ ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਇੱਕ ਪਾਸੇ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਆਪਣੇ ਹੁਣ ਤੱਕ ਦੇ ਕਾਰਜਕਾਲ ਦੌਰਾਨ ਹਜ਼ਾਰਾਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਦਾਅਵੇ ਕਰ ਰਹੀ ਹੈ, ਦੂਜੇ ਪਾਸੇ ਪੰਜਾਬ ਦੇ ਮਾਝੇ, ਮਾਲਵੇ ਤੇ ਦੋਆਬੇ ਵਿਚੋਂ ਹਰ ਦਿਨ ਜਹਾਜ਼ ਭਰ ਕੇ ਵੱਡੀ ਗਿਣਤੀ ਵਿਦਿਆਰਥੀ ਅਤੇ ਨੌਜਵਾਨ ਵਿਦੇਸ਼ ਜਾ ਰਹੇ ਹਨ। ਇਸ ਤੋਂ ਇਲਾਵਾ ਪੰਜਾਬ ਵਿੱਚ ਵਿਹਲੇ ਫਿਰਦੇ ਬੇਰੁਜ਼ਗਾਰ ਨੌਜਵਾਨ ਵੀ ਸਮਾਜ ਲਈ ਸਮੱਸਿਆ ਬਣਦੇ ਜਾ ਰਹੇ ਹਨ। ਵਿਹਲੇ ਫਿਰਦੇ ਨੌਜਵਾਨਾਂ ਨੂੰ ਕੋਈ ਵੀ ਪੰਜਾਬ ਵਿਰੋਧੀ ਸ਼ਕਤੀ ਕਦੇ ਵੀ ਗੁੰਮਰਾਹ ਕਰ ਸਕਦੀ ਹੈ।
ਪੰਜਾਬ ਦੇ ਇਹ ਵਿਹਲੇ ਫਿਰਦੇ ਨੌਜਵਾਨ ਵੀ ਕਿਸੇ ਨਾ ਕਿਸੇ ਤਰੀਕੇ ਨਾਲ ਵਿਦੇਸ਼ ਜਾਣ ਦਾ ਯਤਨ ਕਰ ਰਹੇ ਹਨ। ਪੰਜਾਬ ਦੀ ਮੌਜੁੂਦਾ ਸਰਕਾਰ ਭਾਵੇਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਰਹੀ ਹੈ, ਪਰ ਇਹ ਵੀ ਅਸਲੀਅਤ ਹੈ ਕਿ ਪੰਜਾਬ ਦੇ ਲੱਖਾਂ ਨੌਜਵਾਨ ਬੇਰੁਜ਼ਗਾਰ ਹਨ ਅਤੇ ਪੰਜਾਬ ਸਰਕਾਰ ਵੱਲੋਂ ਸਾਰੇ ਬੇਰੁਜ਼ਗਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਪਾਉਣਾ ਸੰਭਵ ਵੀ ਨਹੀਂ ਹੈ।
ਪਰਵਾਸ ਨੂੰ ਰੋਕਣ ਲਈ ਜਰੂਰੀ ਹੈ ਕਿ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮਿਲੇ ਅਤੇ ਜੇਕਰ ਉਹਨਾਂ ਨੂੰ ਨੌਕਰੀ ਨਹੀਂ ਮਿਲਦੀ ਤਾਂ ਵੀ ਉਹ ਖੁਦ ਦਾ ਕੋਈ ਕੰਮ ਧੰਦਾ ਸ਼ੁਰੂ ਕਰ ਸਕਦੇ ਹਨ ਜਿਸ ਵਾਸਤੇ ਸਰਕਾਰ ਵਲੋਂ ਉਹਨਾਂ ਨੂੰ ਲੋੜੀਂਦੀਆਂ ਸਹੂਲਤਾਂ ਅਤੇ ਆਰਥਿਕ ਮਦਦ ਮਿਲਣੀ ਚਾਹੀਦੀ ਹੈ। ਸਰਕਾਰੀ ਨੌਕਰੀਆਂ ਦਾ ਹਾਲ ਇਹ ਹੈ ਕਿ ਕਈ ਪਰਿਵਾਰਾਂ ਵਿੱਚ ਸਾਰੇ ਹੀ ਪਰਿਵਾਰਕ ਮੈਂਬਰ ਸਰਕਾਰੀ ਨੌਕਰੀਆਂ ਕਰਦੇ ਹਨ ਜਦੋਂ ਕਿ ਕਈ ਪਰਿਵਾਰਾਂ ਵਿੱਚ ਕਿਸੇ ਵੀ ਮੈਂਬਰ ਕੋਲ ਸਰਕਾਰੀ ਨੌਕਰੀ ਨਹੀਂ ਹੈ। ਉਂਝ ਵੀ ਸਾਡੇ ਦੇਸ਼ ਵਿੱਚ ਵਿਦਿਆਰਥੀਆਂ ਨੂੰ ਜਿਹੜੀ ਸਿੱਖਿਆ ਦਿੱਤੀ ਜਾ ਰਹੀ ਹੈ ਉਹ ਵੀ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਥਾਂ ਬੇਰੁਜ਼ਗਾਰਾਂ ਦੀ ਭੀੜ ਇਕੱਠੀ ਕਰ ਰਹੀ ਹੈ।
ਨਵਾਂ ਸਾਲ 2025 ਹੁਣੇ ਸ਼ੁਰੂ ਹੀ ਹੋਇਆ ਹੈ ਜਿਸ ਕਰਕੇ ਹੁਣੇ ਕਿਸੇ ਵੀ ਸਰਕਾਰ ਨੂੰ ਦੋਸ਼ ਦੇਣਾ ਠੀਕ ਨਹੀਂ ਕਿਹਾ ਜਾ ਸਕਦਾ ਪਰੰਤੂ ਇਸ ਸਾਲ ਦੇ ਸ਼ੁਰੂ ਹੁੰਦਿਆਂ ਹੀ ਲੋਕਾਂ ਵਿੱਚ ਇਹ ਉਮੀਦ ਜਰੂਰ ਬਣ ਰਹੀ ਹੈ ਕਿ ਸ਼ਾਇਦ ਇਸ ਸਾਲ ਦੌਰਾਨ ਸਾਡੀਆਂ ਸਰਕਾਰਾਂ ਨੌਜਵਾਨਾਂ ਦੇ ਭਾਰਤ ਤੋਂ ਵਿਦੇਸ਼ਾਂ ਨੂੰ ਹੋ ਰਹੇ ਪਰਵਾਸ ਨੂੰ ਰੋਕਣ ਲਈ ਕੋਈ ਉਪਰਾਲਾ ਕਰਨ ਤਾਂ ਕਿ ਨੌਜਵਾਨਾਂ ਨੂੰ ਆਪਣੇ ਦੇਸ਼ ਨੂੰ ਛੱਡਣ ਦੀ ਲੋੜ ਨਾ ਪਵੇ।
ਬਿਊਰੋ
Editorial
ਬੇਰੁਜਗਾਰੀ ਤੇ ਕਾਬੂ ਕਰਨ ਲਈ ਨੌਜਵਾਨਾਂ ਨੂੰ ਸਵੈ ਰੁਜਗਾਰ ਲਈ ਲੋੜੀਂਦੇ ਸਾਧਨ ਦੇਵੇ ਸਰਕਾਰ
ਲਗਾਤਾਰ ਵੱਧਦੀ ਬੇਰੁਜਗਾਰੀ ਸਾਡੇ ਦੇਸ਼ ਦੀ ਸਭਤੋਂ ਵੱਡੀ ਸਮੱਸਿਆ ਬਣੀ ਹੋਈ ਹੈ ਅਤੇ ਦੇਸ਼ ਵਿੱਚ ਕਰੋੜਾਂ ਦੀ ਗਿਣਤੀ ਵਿੱਚ ਨੌਜਵਾਨ ਬੇਰੁਜਗਾਰ ਹਨ। ਹਾਲਾਤ ਇਹ ਹਨ ਕਿ ਬੇਰੁਜਗਾਰੀ ਦਾ ਅੰਕੜਾ ਆਪਣੇ ਸ਼ਿਖਰ ਤੇ ਪਹੁੰਚ ਚੁੱਕਿਆ ਹੈ। ਇਸ ਦੌਰਾਨ ਆਪਣੇ ਤੀਜੇ ਕਾਰਜਕਾਲ ਦਾ ਪਹਿਲਾ ਸਾਲ ਪੂਰਾ ਕਰਨ ਵੱਲ ਵੱਧ ਰਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਦਾਅਵਿਆਂ ਵਿੱਚ ਦੇਸ਼ ਦੇ ਬੇਰੁਜਗਾਰ ਨੌਜਵਾਨਾਂ ਨੂੰ ਭਾਵੇਂ ਹਰ ਸਾਲ 2 ਕਰੋੜ ਰੁਜਗਾਰ ਮੁਹਈਆ ਕਰਵਾਏ ਜਾਂਦੇ ਰਹੇ ਹਨ ਪਰੰਤੂ ਇਹ ਨੌਕਰੀਆਂ ਕਦੋਂ, ਕਿੱਥੇ ਅਤੇ ਕਿਸ ਨੂੰ ਮਿਲਦੀਆਂ ਰਹੀਆਂ ਹਨ, ਇਸਦੀ ਜਾਣਕਾਰੀ ਸ਼ਾਇਦ ਖੁਦ ਕੇਂਦਰ ਸਰਕਾਰ ਕੋਲ ਵੀ ਨਹੀਂ ਹੈ।
ਜਮੀਨੀ ਹਾਲਾਤ ਇਹ ਹਨ ਕਿ ਪਿਛਲੇ 11 ਸਾਲਾਂ ਦੌਰਾਨ ਕੇਂਦਰ ਸਰਕਾਰ ਵਲੋਂ ਦਿੱਤੇ ਜਾਣ ਵਾਲੇ ਰੁਜਗਾਰ (ਸਰਕਾਰੀ ਨੌਕਰੀਆਂ) ਵਿੱਚ ਵੀ ਵੱਡੀ ਕਟੌਤੀ ਕੀਤੀ ਜਾਂਦੀ ਰਹੀ ਹੈ ਅਤੇ ਸਰਕਾਰ ਵੀ ਮੰਨਦੀ ਹੈ ਕਿ ਪਿਛਲੇ ਸਾਲਾਂ ਦੌਰਾਨ ਕੇਂਦਰ ਸਰਕਾਰ ਵਲੋਂ ਭਰੇ ਜਾਣ ਵਾਲੇ ਅਹੁਦਿਆਂ ਵਿੱਚੋਂ ਜਿੱਥੇ ਹਜਾਰਾਂ ਦੀ ਗਿਣਤੀ ਵਿੱਚ ਅਹੁਦੇ ਖਤਮ ਕੀਤੇ ਜਾ ਚੁੱਕੇ ਹਨ ਉੱਥੇ ਸਮੇਂ ਤੇ ਭਰਤੀਨਾ ਹੋਣ ਕਾਰਨ ਵੱਡੀ ਗਿਣਤੀ ਅਹੁਦੇ ਖਾਲੀ ਪਏ ਹਨ। ਇਸ ਕਾਰਨ ਬੇਰਜਗਾਰੀ ਦੀ ਲਗਾਤਾਰ ਵੱਧਦੀ ਸਮੱਸਿਆ ਹੋਰ ਵਧੀ ਹੈ।
ਪਿਛਲੇ 11 ਸਾਲਾਂ ਤੋਂ ਦੇਸ਼ ਦੀ ਸੱਤਾ ਸੰਭਾਲ ਰਹੀ ਮੋਦੀ ਸਰਕਾਰ ਵਲੋਂ ਪਹਿਲਾਂ ਦੇਸ਼ ਵਿੱਚ ਲਾਗੂ ਕੀਤੇ ਗਏ ਨੋਟਬੰਦੀ ਅਤੇ ਜੀ ਐਸ ਟੀ ਦੇ ਫੈਸਲਿਆਂ ਦਾ ਵੀ ਅਰਥਵਿਵਸਥਾ ਤੇ ਨਾਂਹਪੱਖੀ ਅਸਰ ਪਿਆ ਸੀ ਅਤੇ ਇਸ ਦੌਰਾਨ ਵੱਡੀ ਗਿਣਤੀ ਲੋਕਾਂ ਦਾ ਰੁਜਗਾਰ ਜਾਂਦਾ ਰਿਹਾ ਸੀ। ਬਾਕੀ ਦੀ ਕਸਰ ਕੋਰੋਨਾ ਦੀ ਮਹਾਮਾਰੀ ਕਾਰਨ ਆਈ ਭਾਰੀ ਆਰਥਿਕ ਤਬਾਹੀ ਨਾਲ ਪੂਰੀ ਹੋ ਗਈ ਸੀ। ਇਸ ਦੌਰਾਨ ਦੇਸ਼ ਦੇ ਨਿੱਜੀ ਖੇਤਰ ਵਿੱਚ ਹਾਲਾਤ ਵੀ ਚੰਗੇ ਨਹੀਂ ਹਨ ਅਤੇ ਦੇਸ਼ ਦੀਆਂ ਜਿਆਦਾਤਰ ਵੱਡੀਆਂ ਕੰਪਨੀਆਂ ਵੀ ਨਵੀਂ ਭਰਤੀ ਕਰਨ ਦੀ ਥਾਂ ਉਲਟਾ ਪੁਰਾਣੇ ਕਰਮਚਾਰੀਆਂ ਦੀ ਛਾਂਟੀ ਕਰਦੀਆਂ ਰਹੀਆਂ ਹਨ। ਇਸ ਦੌਰਾਨ ਨੌਕਰੀਆਂ ਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਮਾਰ ਵੀ ਪੈਣ ਲੱਗ ਗਈ ਹੈ ਅਤੇ ਕਈ ਵੱਡੀਆਂ ਕੰਪਨੀਆਂ ਆਪਣੇ ਕਰਮਚਾਰੀਆਂ ਦੀ ਛਾਂਟੀ ਕਰਨ ਦੇ ਰਾਹ ਤੁਰ ਪਈਆਂ ਹਨ ਅਤੇ ਜਿਹਨਾਂ ਲੋਕਾਂ ਦਾ ਰੁਜਗਾਰ ਬਚਿਆ ਹੈ ਉਹਨਾਂ ਨੂੰ ਵੀ ਪਹਿਲਾਂ ਦੇ ਮੁਕਾਬਲੇ ਘੱਟ ਤਨਖਾਹ ਤੇ ਕੰਮ ਕਰਨਾ ਪੈ ਰਿਹਾ ਹੈ।
ਕੇਂਦਰ ਸਰਕਾਰ ਵਲੋਂ ਭਾਵੇਂ ਲਗਾਤਾਰ ਦਾਅਵਾ ਕੀਤਾ ਜਾਂਦਾ ਰਿਹਾ ਹੈ ਕਿ ਉਸ ਵਲੋਂ ਮੁਦਰਾ ਅਤੇ ਸਟਾਰਟਅਪ ਇੰਡੀਆ ਯੋਜਨਾ ਰਾਂਹੀ ਨੌਜਵਾਨਾਂ ਨੂੰ ਸਵੈਰੁਜਗਾਰ ਤੇ ਮੌਕੇ ਮੁਹਈਆ ਕਰਵਾਏ ਜਾ ਰਹੇ ਹਨ, ਪਰੰਤੂ ਸਰਕਾਰ ਦੇ ਇਹਨਾਂ ਦਾਅਵਿਆਂ ਅਤੇ ਜਮੀਨੀ ਹਕੀਕਤ ਵਿੱਚ ਵੱਡਾ ਫਰਕ ਹੈ। ਅਸਲੀਅਤ ਇਹੀ ਹੈ ਕਿ ਸਰਕਾਰ ਦੇ ਤਮਾਮ ਦਾਅਵਿਆਂ ਦੇ ਬਾਵਜੂਦ ਦੇਸ਼ ਵਿੱਚ ਬੇਰੁਜਗਾਰ ਹੋਣ ਵਾਲੇ ਲੋਕਾਂ ਦੀ ਗਿਣਤੀ ਲਗਾਤਾਰ ਵੱਧਦੀ ਹੀ ਜਾ ਰਹੀ ਹੈ ਅਤੇ ਖੁਦ ਕੇਂਦਰ ਸਰਕਾਰ ਦੇ ਅਕੰੜਿਆਂ ਅਨੁਸਾਰ ਦੇਸ਼ ਦੀ ਬੇਰੁਜਗਾਰੀ ਦਰ ਦਾ ਅੰਕੜਾ ਪਿਛਲੇ 50 ਸਾਲਾਂ ਦਾ ਰਿਕਾਰਡ ਤੋੜਣ ਵੱਲ ਵੱਧ ਰਿਹਾ ਹੈ।
ਇਹ ਵੀ ਇੱਕ ਵੱਡਾ ਕਾਰਨ ਹੈ ਕਿ ਦੇਸ਼ ਵਿੱਚੋਂ ਹਰ ਸਾਲ ਲੱਖਾਂ ਦੀ ਗਿਣਤੀ ਵਿੱਚ ਨੌਜਵਾਨ ਵਿਸ਼ਵ ਦੇ ਹੋਰਨਾਂ ਦੇਸ਼ਾਂ ਵੱਲ ਪ੍ਰਵਾਸ ਕਰਨ ਲਈ ਮਜਬੂਰ ਹੁੰਦੇ ਹਨ। ਲਗਾਤਾਰ ਵੱਧਦੀ ਬੇਰੁਜਗਾਰੀ ਦੀ ਇਹ ਸਮਸਿਆ ਕਈ ਹੋਰ ਸਮਾਜਿਕ ਆਰਥਿਕ ਸਮੱਸਿਆਵਾਂ ਦਾ ਵੀ ਕਾਰਨ ਬਣ ਰਹੀ ਹੈ ਜਿਸ ਨਾਲ ਸਮਾਜ ਦਾ ਹਰ ਤਬਕਾ ਪ੍ਰਭਾਵਿਤ ਹੁੰਦਾ ਹੈ ਅਤੇ ਇਸ ਸਮੱਸਿਆ ਨੂੰ ਨੌਜਵਾਨਾਂ ਲਈ ਰੁਜਗਾਰ ਦੇ ਨਵੇਂ ਮੌਕੇ ਸਿਰਜਣ ਨਾਲ ਹੀ ਹਲ ਕੀਤਾ ਜਾ ਸਕਦਾ ਹੈ। ਇਸ ਵਾਸਤੇ ਜਿੱਥੇ ਦੇਸ਼ ਦੇ ਨੌਜਵਾਨਾਂ ਨੂੰ ਸਵੈਰੁਜਗਾਰ ਵਾਸਤੇ ਉਤਸਾਹਿਤ ਕਰਕੇ ਅਤੇ ਉਹਨਾਂ ਵਾਸਤੇ ਲੋੜੀਂਦੀ ਸਿਖਲਾਈ ਦਾ ਪ੍ਰਬੰਧ ਕੀਤਾ ਜਾਣਾ ਚਾਹੀਦਾ ਹੈ, ਉੱਥੇ ਉਹਨਾਂ ਨੂੰ ਲੋੜੀਂਦੀ ਪੂੰਜੀ ਅਤੇ ਹੋਰ ਸਹੂਲਤਾਂ ਵੀ ਮੁਹਈਆ ਕਰਵਾਈਆਂ ਜਾਣੀਆ ਚਾਹੀਦੀਆਂ ਹਨ ਤਾਂ ਜੋ ਉਹ ਆਪਣਾ ਖੁਦ ਦਾ ਕੋਈ ਕੰਮ ਧੰਦਾ ਆਰੰਭ ਕਰਕੇ ਆਪਣ ਖੁਦ ਵਾਸਤੇ ਰੁਜਗਾਰ ਪੈਦਾ ਕਰਨ ਦੇ ਨਾਲ ਨਾਲ ਹੋਰਨਾਂ ਲੋਕਾਂ ਨੂੰ ਰੁਜਗਾਰ ਦੇਣ ਦੇ ਵੀ ਸਮਰਥ ਹੋਣ।
ਕੇਂਦਰ ਅਤੇ ਰਾਜ ਸਰਕਾਰਾਂ ਦੀ ਜਿੰਮੇਵਾਰੀ ਬਣਦੀ ਹੈ ਕਿ ਉਹ ਨੌਜਵਾਨਾਂ ਨੂੰ ਰੁਜਗਾਰ ਦੇ ਬਿਹਤਰ ਮੌਕੇ ਮੁਹਈਆ ਕਰਵਾਉਣ ਲਈ ਲੋੜੀਂਦੇ ਕਦਮ ਚੁੱਕਣ ਅਤੇ ਉਹਨਾਂ ਨੂੰ ਸਵੈ ਰੁਜਗਾਰ ਲਈ ਹੱਲਾਸ਼ੇਰੀ ਦੇਣ। ਇਸ ਵਾਸਤੇ ਜਿੱਥੇ ਨਵਾਂ ਕੰਮ ਆਰੰਭ ਕਰਨ ਵਾਲਿਆਂ ਨੂੰ ਵਿਸ਼ੇਸ਼ ਸਹੂਲਤਾਂ ਅਤੇ ਛੋਟਾਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ ਉੱਥੇ ਉਹਨਾਂ ਵਾਸਤੇ ਲੋੜੀਂਦੀ ਪੂੰਜੀ ਦਾ ਵੀ ਪ੍ਰਬੰਧ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਸਾਡੇ ਨੌਜਵਾਨ ਆਪਣੇ ਨਾਲ ਨਾਲ ਹੋਰਨਾਂ ਲਈ ਵੀ ਰੁਜਗਾਰ ਪੈਦਾ ਕਰਕੇ ਬੇਰੁਜਗਾਰੀ ਦੀ ਇਸ ਲਗਾਤਾਰ ਵੱਧਦੀ ਸਮੱਸਿਆ ਤੇ ਕਾਬੂ ਕਰਨ ਵਿੱਚ ਮਦਦਗਾਰ ਹੋਣ।
-
Horscope2 months ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
-
Mohali2 months ago
ਮੁਹਾਲੀ ਪੁਲੀਸ ਵੱਲੋਂ 150 ਗ੍ਰਾਮ ਹੈਰੋਇਨ ਸਮੇਤ 1 ਸਮਗਲਰ ਕਾਬੂ
-
Mohali2 months ago
ਸ਼ਹਿਰ ਨੂੰ ਸਫਾਈ ਪੱਖੋਂ ਬਿਹਤਰ ਬਣਾਉਣ ਲਈ ਨਿਵਾਸੀਆਂ ਦਾ ਸਹਿਯੋਗ ਜਰੂਰੀ : ਟੀ ਬੈਨਿਥ
-
National1 month ago
ਦੋ ਕਾਰਾਂ ਦੀ ਟੱਕਰ ਦੌਰਾਨ 5 ਵਿਦਿਆਰਥੀਆਂ ਸਮੇਤ 7 ਵਿਅਕਤੀਆਂ ਦੀ ਮੌਤ
-
Mohali2 months ago
ਇਪਟਾ, ਪੰਜਾਬ ਵੱਲੋਂ ਦਸਤਾਵੇਜ਼ੀ ਫਿਲਮ ‘ਪੋੜੀ’ ਦਾ ਪ੍ਰਦਰਸ਼ਨ
-
National2 months ago
ਬ੍ਰੇਕਾਂ ਫੇਲ੍ਹ ਹੋਣ ਕਾਰਨ ਐਚ ਆਰ ਟੀ ਸੀ ਬੱਸ ਘਰ ਨਾਲ ਟਕਰਾਈ
-
Horscope2 months ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
-
National2 months ago
ਚੱਕਰਵਾਤੀ ਫੇਂਗਲ ਚੇਨਈ ਦੇ ਨੇੜੇ ਲੈਂਡਫਾਲ ਕਰਨ ਲਈ ਤਿਆਰ, ਅਲਰਟ ਜਾਰੀ