Punjab
17 ਜਨਵਰੀ ਨੂੰ ਰਿਲੀਜ਼ ਹੋ ਰਹੀ ਫਿਲਮ ‘ਐਮਰਜੈਂਸੀ’ ਨੂੰ ਪੰਜਾਬ ਵਿੱਚ ਰਿਲੀਜ਼ ਕੀਤੇ ਜਾਣ ਦੇ ਵਿਰੋਧ ਵਿੱਚ ਐੱਸ ਜੀ ਪੀ ਸੀ ਪ੍ਰਧਾਨ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ

ਫ਼ਿਲਮ ਪ੍ਰਤੀ ਸਿੱਖਾਂ ਵਿੱਚ ਪਾਏ ਜਾ ਰਹੇ ‘ਰੋਸ ਤੇ ਰੋਹ’ ਦਿੱਤਾ ਹਵਾਲਾ
ਅੰਮ੍ਰਿਤਸਰ, 16 ਜਨਵਰੀ (ਸ.ਬ.) ਭਾਜਪਾ ਦੀ ਸੰਸਦ ਮੈਂਬਰ ਅਤੇ ਫਿਲਮ ਅਦਾਕਾਰਾ ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਨੂੰ ਪੰਜਾਬ ਵਿੱਚ ਰਿਲੀਜ਼ ਕੀਤੇ ਜਾਣ ਦੇ ਵਿਰੋਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਸਬੰਧ ਵਿੱਚ ਇੱਕ ਪੱਤਰ ਭੇਜ ਕੇ ਇਸ ਫਿਲਮ ਤੇ ਸੂਬੇ ਵਿੱਚ ਰੋਕ ਲਗਾਉਣ ਦੀ ਮੰਗ ਕੀਤੀ ਹੈ। ਪੱਤਰ ਵਿੱਚ ਉਹਨਾਂ ਕਿਹਾ ਹੈ ਕਿ ਇਹ ਫਿਲਮ ਸਿੱਖਾਂ ਨੂੰ ਬਦਨਾਮ ਕਰਨ ਦੇ ਮੰਤਵ ਨਾਲ ਨੀਤੀਗਤ ਢੰਗ ਨਾਲ ਬਣਾਈ ਗਈ ਹੈ। ਉਨ੍ਹਾਂ ਸਾਫ਼ ਕਿਹਾ ਕਿ ਜੇ ਫਿਲਮ ਪੰਜਾਬ ਵਿਚ ਜਾਰੀ ਹੁੰਦੀ ਹੈ ਤਾਂ ਸ਼੍ਰੋਮਣੀ ਕਮੇਟੀ ਇਸ ਦਾ ਕਰੜਾ ਵਿਰੋਧ ਕਰੇਗੀ। ਇਹ ਫਿਲਮ ਭਲਕੇ 17 ਜਨਵਰੀ ਨੂੰ ਰਿਲੀਜ਼ ਹੋ ਰਹੀ ਹੈ।
ਮੁੱਖ ਮੰਤਰੀ ਨੂੰ ਇਸ ਸਬੰਧੀ ਭੇਜੇ ਪੱਤਰ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਲਿਖਿਆ ਹੈ ਕਿ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਕੰਗਨਾ ਰਣੌਤ ਵੱਲੋਂ ਬਣਾਈ ਗਈ ਫ਼ਿਲਮ ‘ਐਮਰਜੈਂਸੀ’ ਭਲਕੇ 17 ਜਨਵਰੀ ਨੂੰ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਦੇ ਸਿਨੇਮਾ ਘਰਾਂ ਵਿੱਚ ਲੱਗਣ ਜਾ ਰਹੀ ਹੈ ਅਤੇ ਇਸ ਸਬੰਧੀ ਟਿਕਟਾਂ ਵੀ ਬੁੱਕ ਹੋਣੀਆਂ ਸ਼ੁਰੂ ਹੋ ਗਈਆਂ ਹਨ।
ਪੱਤਰ ਵਿੱਚ ਕਿਹਾ ਗਿਆ ਹੈ ਕਿ ਇਸ ਫਿਲਮ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਆਪਣਾ ਰੋਸ ਪ੍ਰਗਟ ਕਰਦਿਆਂ ਪੰਜਾਬ ਦੇ ਮੁੱਖ ਸਕੱਤਰ ਨੂੰ 14 ਨਵੰਬਰ 2024 ਨੂੰ ਇਤਰਾਜ਼ ਦਰਜ ਕਰਵਾਇਆ ਗਿਆ ਸੀ। ਇਸ ਸਬੰਧ ਵਿੱਚ ਅੰਤਰਿੰਗ ਕਮੇਟੀ ਵੱਲੋਂ ਪਾਸ ਕੀਤਾ ਗਿਆ ਮਤਾ ਵੀ ਭੇਜਿਆ ਗਿਆ ਸੀ। ਇਸ ਮਤੇ ਵਿਚ ਦੋਸ਼ ਲਾਇਆ ਗਿਆ ਹੈ ਕਿ ਇਹ ਫਿਲਮ ਸਿੱਖਾਂ ਨੂੰ ਬਦਨਾਮ ਕਰਨ ਦੇ ਮੰਤਵ ਨਾਲ ਨੀਤੀਗਤ ਢੰਗ ਨਾਲ ਬਣਾਈ ਗਈ ਹੈ। ਇਸ ਲਈ ਇਸ ਫਿਲਮ ਨੂੰ ਪੰਜਾਬ ਵਿੱਚ ਨਹੀਂ ਚੱਲਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਤੇ ਰਾਹੀਂ ਇਸ ਫਿਲਮ ਤੇ ਰੋਕ ਲਾਉਣ ਦੀ ਮੰਗ ਕੀਤੀ ਗਈ ਸੀ।
ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਪੰਜਾਬ ਦੀ ਆਪ ਸਰਕਾਰ ਵੱਲੋਂ ਇਸ ਮਾਮਲੇ ਵਿੱਚ ਹੁਣ ਤੱਕ ਕੋਈ ਕਦਮ ਨਹੀਂ ਚੁੱਕਿਆ ਗਿਆ। ਉਨ੍ਹਾਂ ਕਿਹਾ ਕਿ ਜੇ 17 ਜਨਵਰੀ ਨੂੰ ਇਹ ਫਿਲਮ ਰਿਲੀਜ਼ ਹੁੰਦੀ ਹੈ, ਤਾਂ ਇਸ ਨਾਲ ਸਿੱਖ ਜਗਤ ਅੰਦਰ ਰੋਸ ਤੇ ਰੋਹ ਪੈਦਾ ਹੋਵੇਗਾ। ਉਨ੍ਹਾਂ ਲਿਖਿਆ ਹੈ ਕਿ ਇਸ ਫਿਲਮ ਵਿੱਚ ਸਾਕਾ ਨੀਲਾ ਤਾਰਾ ਸਮੇਂ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਤੇ ਕੀਤੇ ਗਏ ਫੌਜੀ ਹਮਲੇ ਦੇ ਨਾਲ ਨਾਲ ਸਿੱਖ ਕਤਲੇਆਮ ਅਤੇ ਨਸਲਕੁਸ਼ੀ ਦੇ ਮਾਮਲੇ ਵਿੱਚ ਵੀ ਸਿੱਖਾਂ ਖਿਲਾਫ ਜ਼ਹਿਰ ਉਗਲਣ ਦੀ ਭਾਵਨਾ ਨਾਲ ਕੰਮ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਫਿਲਮ ਵਿੱਚ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਦੀ ਵੀ ‘ਕਿਰਦਾਰਕੁਸ਼ੀ’ ਕੀਤੀ ਗਈ ਹੈ।
ਉਨ੍ਹਾਂ ਮੁੱਖ ਮੰਤਰੀ ਕੋਲੋਂ ਮੰਗ ਕੀਤੀ ਹੈ ਕਿ ਇਸ ਫਿਲਮ ਨੂੰ ਪੰਜਾਬ ਵਿੱਚ 17 ਜਨਵਰੀ ਨੂੰ ਜਾਰੀ ਹੋਣ ਤੋਂ ਤੁਰੰਤ ਰੋਕਿਆ ਜਾਵੇ। ਜੇ ਫਿਲਮ ਪੰਜਾਬ ਵਿੱਚ ਰਿਲੀਜ਼ ਹੁੰਦੀ ਹੈ ਤਾਂ ਇਸ ਦਾ ਸੂਬਾ ਪੱਧਰ ਉੱਤੇ ਸਖ਼ਤ ਵਿਰੋਧ ਕਰਨ ਲਈ ਮਜਬੂਰ ਹੋਣਗੇ। ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧੀ ਪੱਤਰ ਮੁੱਖ ਮੰਤਰੀ ਦਫਤਰ ਤੋਂ ਇਲਾਵਾ ਪੰਜਾਬ ਦੇ ਮੁੱਖ ਸਕੱਤਰ, ਡੀਜੀਪੀ ਤੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਤੇ ਹੋਰਨਾਂ ਨੂੰ ਵੀ ਭੇਜੇ ਗਏ ਹਨ। ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਵੱਲੋਂ ਇੱਕ ਪੱਤਰ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਵੀ ਸੌਂਪਿਆ ਗਿਆ ਹੈ।
Punjab
ਹਰਜਿੰਦਰ ਸਿੰਘ ਧਾਮੀ ਨੂੰ ਆਪਣਾ ਅਸਤੀਫਾ ਵਾਪਸ ਲੈ ਕੇ ਆਪਣੀ ਜ਼ਿੰਮੇਵਾਰੀ ਸਾਂਭਣੀ ਚਾਹੀਦੀ ਹੈ : ਜੱਥੇਦਾਰ ਗਿਆਨੀ ਰਘਬੀਰ ਸਿੰਘ

ਧਾਮੀ ਨੂੰ ਇੱਕ ਇਮਾਨਦਾਰ, ਤਿਨੇਮੀ, ਗੁਰੂ ਦੀ ਭੈ ਭਾਵਨਾ ਨੂੰ ਮੰਨਣ ਵਾਲੀ ਚੰਗੀ ਸ਼ਖਸੀਅਤ ਦੱਸਿਆ
ਅੰਮ੍ਰਿਤਸਰ, 22 ਫਰਵਰੀ (ਸ.ਬ.) ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਆਪਣਾ ਅਸਤੀਫਾ ਵਾਪਸ ਲੈਣ ਅਤੇ ਆਪਣੀਆਂ ਜ਼ਿੰਮੇਵਾਰੀਆਂ ਸਾਂਭਣ ਦੀ ਅਪੀਲ ਕੀਤੀ ਹੈ। ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਵਾਪਰ ਰਹੇ ਘਟਨਾਕ੍ਰਮ ਬਾਰੇ ਆਪਣੀ ਚੁੱਪੀ ਤੋੜਦਿਆਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਆਪਣਾ ਅਸਤੀਫਾ ਵਾਪਸ ਲੈਣਾ ਚਾਹੀਦਾ ਹੈ ਅਤੇ ਆਪਣੀ ਜ਼ਿੰਮੇਵਾਰੀ ਸੰਭਾਲਣੀ ਚਾਹੀਦੀ ਹੈ।
ਜਥੇਦਾਰ ਨੇ ਕਿਹਾ ਕਿ ਅਕਾਲ ਤਖਤ ਵੱਲੋਂ ਉਨ੍ਹਾਂ ਨੂੰ ਸੱਤ ਮੈਂਬਰੀ ਕਮੇਟੀ ਦੇ ਮੁਖੀ ਵਜੋਂ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ ਉਸ ਦਾ ਵੀ ਕੰਮ ਸ਼ੁਰੂ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਧਾਮੀ ਨੇ ਆਪਣੇ ਅਸਤੀਫੇ ਵਿੱਚ ਜ਼ਿਕਰ ਕੀਤਾ ਹੈ ਕਿ ਉਨ੍ਹਾਂ ਮੇਰੇ ਵੱਲੋਂ ਪਾਈ ਇੱਕ ਪੋਸਟ ਦੇ ਆਧਾਰ ਤੇ ਨੈਤਿਕ ਜ਼ਿੰਮੇਵਾਰੀ ਲੈਂਦਿਆ ਅਸਤੀਫਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਪੋਸਟ ਉਨ੍ਹਾਂ ਆਪਣੇ ਨਿੱਜੀ ਸੋਸ਼ਲ ਮੀਡੀਆ ਪੇਜ ਤੇ ਪਾਈ ਸੀ ਅਤੇ ਕਿਸੇ ਨੂੰ ਆਦੇਸ਼ ਨਹੀਂ ਕੀਤਾ ਸੀ ਤੇ ਇਹ ਉਨ੍ਹਾਂ ਦੇ ਆਪਣੇ ਮਨ ਦੇ ਵਲਵਲੇ ਸਨ। ਉਨ੍ਹਾਂ ਕਿਹਾ ਕਿ ਧਾਮੀ ਨੇ ਜਿਵੇਂ ਨੈਤਿਕ ਆਧਾਰ ਤੇ ਅਸਤੀਫਾ ਦਿੱਤਾ ਹੈ ਉਸੇ ਤਰ੍ਹਾਂ ਉਹ ਵੀ ਨੈਤਿਕ ਆਧਾਰ ਤੇ ਉਨ੍ਹਾਂ ਨੂੰ ਅਪੀਲ ਕਰਦੇ ਹਨ ਕਿ ਉਹ ਆਪਣਾ ਅਸਤੀਫਾ ਵਾਪਸ ਲੈ ਕੇ ਪ੍ਰਧਾਨ ਦੀ ਜ਼ਿੰਮੇਵਾਰੀ ਅਤੇ ਸੱਤ ਮੈਂਬਰੀ ਕਮੇਟੀ ਦੇ ਮੁਖੀ ਦੀ ਜ਼ਿੰਮੇਵਾਰੀ ਸੰਭਾਲਣ।
ਇੱਕ ਸਵਾਲ ਦੇ ਜਵਾਬ ਵਿੱਚ ਜਥੇਦਾਰ ਨੇ ਕਿਹਾ ਕਿ ਹੋ ਸਕਦਾ ਹੈ ਕਿ ਉਹ ਕਿਸੇ ਦਬਾਅ ਹੇਠ ਹੋਣ, ਕਿਉਂਕਿ ਪਿਛਲੇ ਕੁਝ ਸਮੇਂ ਤੋਂ ਲੱਗ ਰਿਹਾ ਸੀ ਕਿ ਉਹ ਦਬਾਅ ਮਹਿਸੂਸ ਕਰ ਰਹੇ ਹਨ। ਉਹ ਇੱਕ ਇਮਾਨਦਾਰ, ਨਿਤਨੇਮੀ, ਗੁਰੂ ਦੀ ਭੈ ਭਾਵਨਾ ਨੂੰ ਮੰਨਣ ਵਾਲੀ ਚੰਗੀ ਸ਼ਖਸੀਅਤ ਹਨ।
ਜਥੇਦਾਰ ਨੇ ਦੱਸਿਆ ਕਿ ਬੀਤੇ ਕੱਲ੍ਹ ਅਤਰਿੰਗ ਕਮੇਟੀ ਦੇ ਮੈਂਬਰ ਮਿਲੇ ਸਨ ਅਤੇ ਸਿੱਖ ਗੁਰਦੁਆਰਾ ਐਕਟ ਦੇ ਮੁਤਾਬਕ ਅਧਿਕਾਰਾਂ ਦੀ ਗੱਲ ਕੀਤੀ ਹੈ। ਉਨ੍ਹਾਂ ਕਿਹਾ ਕਿ ਐਕਟ ਮੁਤਾਬਿਕ ਸ਼੍ਰੋਮਣੀ ਕਮੇਟੀ ਨੂੰ ਕਰਮਚਾਰੀਆਂ, ਗ੍ਰੰਥੀਆਂ ਅਤੇ ਜਥੇਦਾਰਾਂ ਦੀ ਨਿਯੁਕਤੀ ਦੇ ਅਧਿਕਾਰ ਪ੍ਰਾਪਤ ਹਨ। ਜਥੇਦਾਰ ਨੇ ਕਿਹਾ ਕਿ ਕੱਲ੍ਹ ਹੋਈ ਗੱਲਬਾਤ ਨੇ ਉਨ੍ਹਾਂ ਨੂੰ ਅਹਿਸਾਸ ਕਰਵਾਇਆ ਹੈ ਕਿ ਸ੍ਰੀ ਅਕਾਲ ਤਖ਼ਤ ਦੇ ਹੁਕਮ ਸਿਰਫ ਸ੍ਰੀ ਅਕਾਲ ਤਖਤ ਦੀ ਚਾਰਦੀਵਾਰੀ ਤੱਕ ਹੀ ਸੀਮਤ ਹਨ ਜਦੋਂ ਕਿ ਉਹ ਸਮਝਦੇ ਸਨ ਕਿ ਅਕਾਲ ਤਖਤ ਵੱਲੋਂ ਕੀਤੇ ਗਏ ਹੁਕਮ ਸਾਰੀ ਦੁਨੀਆਂ ਵਿੱਚ ਵੱਸਦੇ ਸਿੱਖਾਂ ਤੇ ਲਾਗੂ ਹੁੰਦੇ ਹਨ। ਜਥੇਦਾਰ ਦੀ ਇਸ ਗੱਲ ਨੇ ਇਹ ਵੀ ਸਾਬਤ ਕੀਤਾ ਹੈ ਕਿ ਉਹ ਅੰਤਰਿੰਗ ਕਮੇਟੀ ਵੱਲੋਂ ਅਧਿਕਾਰਾਂ ਸਬੰਧੀ ਕੀਤੀ ਗਈ ਚਰਚਾ ਤੋਂ ਨਾਖੁਸ਼ ਹਨ।
ਆਪਣੇ ਅਸਤੀਫ਼ੇ ਸਬੰਧੀ ਚੱਲ ਰਹੀ ਚਰਚਾ ਦੇ ਸੰਦਰਭ ਵਿਚ ਜਥੇਦਾਰ ਰਘਬੀਰ ਸਿੰਘ ਨੇ ਕਿਹਾ ਕਿ ਗੁਰੂ ਨੂੰ ਜੋ ਪ੍ਰਵਾਨ ਹੋਏਗਾ ਉਸੇ ਮੁਤਾਬਕ ਸਭ ਕੁਝ ਹੋਵੇਗਾ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਬੰਧੀ ਕੀਤੀਆਂ ਜਾ ਰਹੀਆਂ ਟਿੱਪਣੀਆਂ ਬਾਰੇ ਉਨ੍ਹਾਂ ਕਿਹਾ ਕਿ ਇਹ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਸੰਜਮ ਤੋਂ ਕੰਮ ਲੈਣਾ ਚਾਹੀਦਾ ਹੈ ਅਤੇ ਹਰ ਇੱਕ ਨੂੰ ਇੱਕ ਦੂਜੇ ਦੇ ਅਹੁਦੇ ਦਾ ਸਤਿਕਾਰ ਕਰਨਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀਆਂ ਸਿਰਮੌਰ ਸੰਸਥਾਵਾਂ ਹਨ ਜੋ ਬਜ਼ੁਰਗਾਂ ਦੀਆਂ ਸ਼ਹੀਦੀਆਂ ਤੋਂ ਬਾਅਦ ਪ੍ਰਾਪਤ ਹੋਈਆਂ ਹਨ। ਇਨ੍ਹਾਂ ਸੰਸਥਾਵਾਂ ਦੀ ਚੜ੍ਹਦੀ ਕਲਾ ਲਈ ਹਰ ਸਿੱਖ ਨੂੰ ਕੰਮ ਕਰਨਾ ਚਾਹੀਦਾ ਹੈ।
Punjab
ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਪੁਲੀਸ ਵੱਲੋਂ ਦੋ ਕਿਲੋ ਹੈਰੋਇਨ ਬਰਾਮਦ

ਪਿੰਡ ਬੋਪਾਰਾਏ ਬਾਜ ਸਿੰਘ ਨੇੜੇ ਨਹਿਰ ਕੋਲ ਲੁਕਾਈ ਸੀ ਨਸ਼ੇ ਦੀ ਖੇਪ
ਅੰਮ੍ਰਿਤਸਰ, 22 ਫਰਵਰੀ (ਸ.ਬ.) ਕਾਊਂਟਰ ਇੰਟੈਲੀਜਸ ਪੁਲੀਸ ਨੇ ਹਰਮਨਦੀਪ ਸਿੰਘ ਨਾਂ ਦੇ ਗ੍ਰਿਫਤਾਰ ਕੀਤੇ ਇੱਕ ਵਿਅਕਤੀ ਦੇ ਮਾਮਲੇ ਵਿੱਚ ਅਗਲੇਰੀ ਜਾਂਚ ਦੌਰਾਨ ਦੋ ਕਿਲੋ ਹੈਰੋਇਨ ਹੋਰ ਬਰਾਮਦ ਕੀਤੀ ਹੈ। ਇਸ ਮਾਮਲੇ ਵਿੱਚ ਹੁਣ ਤੱਕ 15 ਕਿਲੋ ਹੈਰੋਇਨ ਬਰਾਮਦ ਕੀਤੀ ਜਾ ਚੁੱਕੀ ਹੈ। ਇਸ ਸੰਬੰਧੀ ਜਾਣਕਾਰੀ ਡੀਜੀਪੀ ਗੌਰਵ ਯਾਦਵ ਵੱਲੋਂ ਆਪਣੇ ਸੋਸ਼ਲ ਮੀਡੀਆ ਖਾਤੇ ਐਕਸ ਰਾਹੀਂ ਸਾਂਝੀ ਕੀਤੀ ਗਈ ਹੈ।
ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਇਹ ਹੈਰੋਇਨ ਪਿੰਡ ਬੋਪਾਰਾਏ ਬਾਜ ਸਿੰਘ ਨੇੜੇ ਇੱਕ ਨਹਿਰ ਦੇ ਕੋਲ ਲੁਕਾਈ ਹੋਈ ਸੀ। ਉਨ੍ਹਾਂ ਦੱਸਿਆ ਕਿ ਹਰਮਨਦੀਪ ਸਿੰਘ ਕੋਲੋਂ ਉਸ ਦੇ ਹੈਰੋਇਨ ਤਸਕਰੀ ਨਾਲ ਜੁੜੇ ਵਿਅਕਤੀਆਂ ਨਾਲ ਸਬੰਧਾਂ ਬਾਰੇ ਪਤਾ ਲਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਹੁਣ ਬਰਾਮਦ ਹੋਈ ਦੋ ਕਿਲੋ ਹੈਰੋਇਨ ਸਮੇਤ ਹੁਣ ਤੱਕ ਕਰੀਬ 15 ਕਿਲੋ ਹੈਰੋਇਨ ਬਰਾਮਦ ਕੀਤੀ ਜਾ ਚੁੱਕੀ ਹੈ।
Chandigarh
ਪੰਥ ਦੇ ਵਡੇਰੇ ਹਿੱਤਾਂ ਲਈ ਐਡਵੋਕੇਟ ਧਾਮੀ ਆਪਣਾ ਅਸਤੀਫਾ ਵਾਪਸ ਲੈਣ : ਪ੍ਰੋ. ਬਡੂੰਗਰ

ਚੰਡੀਗੜ੍ਹ, 22 ਫਰਵਰੀ (ਸ.ਬ.) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਅਪੀਲ ਕੀਤੀ ਹੈ ਕਿ ਪੰਥ ਦੇ ਵਡੇਰੇ ਹਿੱਤਾਂ ਨੂੰ ਮੁੱਖ ਰੱਖਦਿਆਂ ਹੋਇਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨਗੀ ਪਦ ਤੋਂ ਦਿੱਤਾ ਗਿਆ ਆਪਣਾ ਅਸਤੀਫਾ ਵਾਪਸ ਲੈ ਲੈਣ।
ਉਨ੍ਹਾਂ ਕਿਹਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕਾਰਜ ਕਾਲ ਬਾਖੂਬੀ ਢੰਗ ਨਾਲ ਚਲਾਇਆ ਗਿਆ ਤੇ ਸਿੱਖ ਧਰਮ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਆਪਣਾ ਵਡਮੁੱਲਾ ਯੋਗਦਾਨ ਪਾਉਂਦੇ ਚਲੇ ਆਏ ਹਨ।
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਰਿੰਗ ਕਮੇਟੀ ਦੀ ਹੋਈ ਮੀਟਿੰਗ ਵਿੱਚ ਵੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫਾ ਨਾ ਮਨਜ਼ੂਰ ਕਰ ਦਿੱਤਾ ਗਿਆ ਸੀ ਅਤੇ ਉਹਨਾਂ ਨੂੰ ਅੰਤਰਿਗ ਕਮੇਟੀ ਦੇ ਮੈਂਬਰਾਂ ਵੱਲੋਂ ਵੀ ਨਿਜੀ ਤੌਰ ਤੇ ਮਿਲਣ ਉਪਰੰਤ ਅਸਤੀਫਾ ਵਾਪਸ ਲੈਣ ਲਈ ਵੀ ਅਪੀਲ ਕੀਤੀ ਗਈ।
-
International1 month ago
ਕੈਲੀਫੋਰਨੀਆ ਵਿੱਚ ਲੱਗੀ ਅੱਗ ਕਾਰਨ ਹੁਣ ਤੱਕ 24 ਵਿਅਕਤੀਆਂ ਦੀ ਮੌਤ
-
International2 months ago
ਆਸਟਰੇਲੀਆ ਵਿੱਚ ਸੀਪਲੇਨ ਹਾਦਸਾਗ੍ਰਸਤ ਹੋਣ ਕਾਰਨ 3 ਸੈਲਾਨੀਆਂ ਦੀ ਮੌਤ, 3 ਜ਼ਖ਼ਮੀ
-
International1 month ago
ਕੈਲੀਫੋਰਨੀਆ ਵਿਚ ਅੱਗ ਨੇ ਮਚਾਈ ਤਬਾਹੀ, ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆਈਆਂ ਸਿੱਖ ਸੰਸਥਾਵਾਂ
-
International1 month ago
ਇਜ਼ਰਾਈਲ ਨੇ ਜੰਗਬੰਦੀ ਸਮਝੌਤੇ ਤਹਿਤ 90 ਫ਼ਲਸਤੀਨੀ ਕੈਦੀਆਂ ਨੂੰ ਕੀਤਾ ਰਿਹਾਅ
-
Mohali1 month ago
ਕਣਕ ਦਾ ਰੇਟ 2275 ਰੁਪਏ ਪ੍ਰਤੀ ਕੁਇੰਟਲ, ਆਟਾ ਵਿਕ ਰਿਹਾ 40 ਰੁਪਏ ਕਿਲੋ
-
Mohali1 month ago
ਦੁਖ ਦਾ ਪ੍ਰਗਟਾਵਾ
-
Punjab1 month ago
ਦੋਸਤ ਵੱਲੋਂ ਦੋਸਤ ਦਾ ਕਤਲ
-
National1 month ago
ਘਰ ਦੇ ਬਾਹਰ ਸੁੱਤੀ ਔਰਤ ਅਤੇ ਉਸਦੀ ਦੋਹਤੀ ਦਾ ਕਤਲ