Connect with us

Editorial

ਵਿਦੇਸ਼ਾਂ ਵਿੱਚ ਆਪਣੇ ਬੱਚਿਆਂ ਨੂੰ ਆਪਣੇ ਧਰਮ, ਵਿਰਸੇ ਅਤੇ ਸੱਭਿਆਚਾਰ ਨਾਲ ਜੋੜ ਰਹੇ ਹਨ ਪਰਵਾਸੀ ਪੰਜਾਬੀ

Published

on

 

ਪੰਜਾਬੀਆਂ ਨੂੰ ਇਹ ਮਾਣ ਹੈ ਕਿ ਇਹ ਦੁਨੀਆਂ ਵਿੱਚ ਕਿਸੇ ਵੀ ਥਾਂ ਜਾਂਦੇ ਹਨ ਤਾਂ ਉਥੇ ਆਪਣੀ ਮਿਸਾਲ ਆਪ ਹੀ ਕਾਇਮ ਕਰ ਦਿੰਦੇ ਹਨ। ਅੱਜ ਦੁਨੀਆਂ ਦਾ ਕੋਈ ਵੀ ਮੁਲਕ ਅਜਿਹਾ ਨਹੀਂ ਜਿਥੇ ਕਿ ਪੰਜਾਬੀ ਜਾ ਕੇ ਨਾ ਵਸੇ ਹੋਣ। ਨਵੇਂ ਵਿਦੇਸ਼ ਗਏ ਪੰਜਾਬੀਆਂ ਨੂੰ ਵਿਦੇਸ਼ਾਂ ਵਿਚ ਭਾਵੇਂ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਪਰ ਜਿਹੜੇ ਕਾਫੀ ਸਮਾਂ ਪਹਿਲਾਂ ਵਿਦੇਸ਼ ਗਏ ਹੋਏ ਹਨ, ਉਹਨਾਂ ਨੇ ਵਿਦੇਸ਼ਾਂ ਵਿੱਚ ਆਰਥਿਕ ਖੇਤਰ ਦੇ ਨਾਲ-ਨਾਲ ਧਾਰਮਿਕ, ਸਮਾਜਿਕ ਤੇ ਰਾਜਸੀ ਖੇਤਰ ਵਿਚ ਜ਼ਿਕਰਯੋਗ ਪ੍ਰਾਪਤੀ ਕੀਤੀ ਹੈ, ਜਿਸਦਾ ਪਤਾ ਵਿਦੇਸਾਂ ਵਿਚ ਪੰਜਾਬੀਆਂ ਦੇ ਆਲੀਸ਼ਾਨ ਬੰਗਲਿਆਂ, ਧਾਰਮਿਕ ਸਥਾਨਾਂ ਅਤੇ ਉਹਨਾਂ ਨੂੰ ਪ੍ਰਾਪਤ ਉਚ ਸਰਕਾਰੀ ਅਹੁਦੇ ਵੇਖ ਕੇ ਸਹਿਜੇ ਹੀ ਲਗਾਇਆ ਜਾ ਸਕਦਾ ਹੈ।

ਪੰਜਾਬੀ ਵਿਦੇਸ਼ਾਂ ਵਿਚ ਜਾ ਕੇ ਆਪਣਾ ਵਤਨ ਨਹੀਂ ਭੁਲੇ ਤੇ ਉਹਨਾਂ ਨੇ ਆਪਣੀ ਮਾਂ ਬੋਲੀ ਨੂੰ ਵਿਸਾਰਿਆ ਹੈ। ਹੁਣ ਤਾਂ ਵਿਦੇਸ਼ਾਂ ਵਿਚ ਥਾਂ ਥਾਂ ਮਿੰਨੀ ਪੰਜਾਬ ਵਸਦੇ ਹਨ। ਪੰਜਾਬ ਦੀ ਧਰਤੀ ਲਈ ਇਹ ਕੋਈ ਵਰ ਹੈ ਜਾਂ ਸ਼ਰਾਪ, ਕਿ ਇਸ ਧਰਤੀ ਦੇ ਜੰਮੇ-ਪਲੇ ਵੱਡੀ ਗਿਣਤੀ ਪੰਜਾਬੀ ਪੁੱਤਰ ਧੀਆਂ ਇਸ ਧਰਤੀ ਨੂੰ ਹੀ ਅਲਵਿਦਾ ਕਹਿ ਗਏ ਹਨ ਅਤੇ ਸੱਤ ਸਮੁੰਦਰ ਪਾਰ ਕਰਕੇ ਬੇਗਾਨੇ ਮੁਲਕ ਦੀ ਬੇਗਾਨੀ ਧਰਤੀ ਉਪਰ ਜਾ ਵਸੇ ਹਨ। ਡਾਲਰਾਂ ਅਤੇ ਪੋਂਡਾਂ ਦੀ ਚਮਕ ਹੀ ਅਜਿਹੀ ਹੈ ਕਿ ਉਹ ਨੌਜਵਾਨਾਂ ਨੂੰ ਆਪਣੇ ਘਰ, ਮਾਪੇ ਅਤੇ ਵਤਨ ਹੀ ਛੱਡਣ ਲਈ ਮਜ਼ਬੂਰ ਕਰ ਰਹੀ ਹੈ। ਇਹ ਵੀ ਇੱਕ ਕਾਰਨ ਹੈ ਕਿ ਹੁਣ ਦੁਨੀਆਂ ਦੇ ਹਰ ਮੁਲਕ ਵਿੱਚ ਹੀ ਪੰਜਾਬੀ ਮਿਲ ਜਾਂਦੇ ਹਨ।

ਪੰਜਾਬ ਦੀ ਧਰਤੀ ਨੂੰ ਇਹ ਮਾਣ ਹੈ ਕਿ ਇਸ ਧਰਤੀ ਦੇ ਵਸਨੀਕ ਵਿਦੇਸ਼ਾਂ ਵਿੱਚ ਜਾ ਕੇ ਸਖਤ ਮਿਹਨਤ ਕਰਕੇ ਚੰਗਾ ਮੁਕਾਮ ਹਾਸਲ ਕਰ ਚੁੱਕੇ ਹਨ। ਕਈ ਮੁਲਕਾਂ ਵਿੱਚ ਪੰਜਾਬੀ ਚੰਗੇ ਅਹੁਦਿਆਂ ਉਪਰ ਹਨ ਅਤੇ ਕਈ ਤਾਂ ਵਿਦੇਸਾਂ ਵਿੱਚ ਰਾਜਸੀ ਤੌਰ ਤੇ ਵੀ ਕਾਫੀ ਸਫਲ ਹਨ। ਵਿਦੇਸ਼ਾਂ ਵਿੱਚ ਜਾ ਕੇ ਵਸ ਚੁਕੇ ਪੰਜਾਬੀ ਆਪਣੇ ਵਤਨ, ਮਿੱਟੀ ਅਤੇ ਬੋਲੀ ਦਾ ਮੋਹ ਨਹੀਂ ਛੱਡ ਸਕੇ। ਜੇਕਰ ਲੰਡਨ ਸ਼ਹਿਰ ਦੀ ਗੱਲ ਕੀਤੀ ਜਾਵੇ ਤਾਂ ਲੰਡਨ ਸ਼ਹਿਰ ਦੇ ਸ਼ਟੇਸ਼ਨ ਦਾ ਨਾਂਅ ਵੀ ਪੰਜਾਬੀ ਵਿੱਚ ਵੀ ਲਿਖਿਆ ਹੋਇਆ ਹੈ। ਇਸ ਤੋਂ ਇਲਾਵਾ ਸਾਉੂਥਹਾਲ ਤੇ ਹੋਰ ਕਈ ਥਾਵਾਂ ਅਜਿਹੀਆਂ ਹਨ, ਜਿੱਥੇ ਦੁਕਾਨਾਂ ਦੇ ਬੋਰਡ ਤਕ ਪੰਜਾਬੀ ਵਿਚ ਹਨ। ਇਸ ਤੋਂ ਇਲਾਵਾ ਲੰਡਨ ਦੇ ਵਾਂਗ ਹੀ ਯਾਰਕਸ਼ਾਇਰ ਅਤੇ ਹੋਰ ਸ਼ਹਿਰਾਂ ਵਿਚ ਵੀ ਪੰਜਾਬੀ ਬੋਲੀ ਦੀ ਵਰਤੋਂ ਆਮ ਹੁੰਦੀ ਹੈ।

ਜੇਕਰ ਆਸਟ੍ਰੇਲੀਆ ਦੀ ਗੱਲ ਕੀਤੀ ਜਾਵੇ ਤਾਂ ਉੱਥੇ ਵੀ ਹੁਣ ਹਰ ਪਾਸੇ ਪੰਜਾਬੀ ਵਿਦਿਆਰਥੀ ਨਜ਼ਰ ਆਉਂਦੇ ਹਨ। ਇਹ ਵੀ ਕਿਹਾ ਜਾ ਸਕਦਾ ਹੈ ਕਿ ਹਰ ਪਾਸੇ ਹੀ ਪੰਜਾਬੀਆਂ ਦੀ ਭਰਮਾਰ ਹੈ, ਜਿਹਨਾਂ ਨੇ ਵਿਦੇਸ਼ਾਂ ਵਿਚ ਰੌਣਕਾਂ ਲਗਾਈਆਂ ਹੋਈਆਂ ਹਨ। ਕੈਨੇਡਾ ਦੀ ਹਾਲਤ ਤਾਂ ਇਹ ਹੈ ਕਿ ਉਸਦੇ ਕੋਨੇ ਕੋਨੇ ਵਿਚ ਪੰਜਾਬੀ ਪਹੁੰਚ ਗਏ ਹਨ ਅਤੇ ਕੈਨੇਡਾ ਨੂੰ ਤਾਂ ਪੰਜਾਬ ਦਾ ਦੂਜਾ ਰੂਪ ਹੀ ਕਿਹਾ ਜਾਂਦਾ ਹੈ। ਕੈਨੇਡਾ ਦੇ ਮਿਸੀਸਾਗਾ, ਵੈਨਕੂਵਰ , ਟੋਰੰਟੋ ਅਤੇ ਹੋਰ ਕਈ ਇਲਾਕਿਆਂ ਵਿੱਚ ਪੰਜਾਬੀ ਵੱਡੀ ਗਿਣਤੀ ਵਿਚ ਵਸੇ ਹੋਏ ਹਨ। ਕੈਨੇਡਾ ਵਿਚ ਤਾਂ ਕਈ ਥਾਵਾਂ ਉਪਰ ਤਾਂ ਦੁਕਾਨਾਂ ਦੇ ਬੋਰਡ ਪੰਜਾਬੀ ਵਿਚ ਹੀ ਨਜ਼ਰ ਆਉਂਦੇ ਹਨ। ਕਈ ਇਲਾਕਿਆਂ ਵਿੱਚ ਤਾਂ ਪੰਜਾਬੀ ਹੀ ਦੁਕਾਨਦਾਰ ਹਨ, ਪੰਜਾਬੀ ਹੀ ਵਪਾਰੀ ਹਨ। ਕੁਲਚੇ ਅਤੇ ਹੋਰ ਕਈ ਤਰਾਂ ਦੀਆਂ ਰੇਹੜੀਨੁਮਾ ਦੁਕਾਨਾਂ ਵੀ ਪੰਜਾਬੀਆਂ ਦੀਆਂ ਹਨ ਅਤੇ ਵੱਡੇ-ਵੱਡੇ ਸ਼ੋਅ ਰੂਮ ਵੀ ਪੰਜਾਬੀਆਂ ਦੇ ਹਨ। ਟਰਾਂਸਪੋਰਟ ਦੇ ਖੇਤਰ ਵਿੱਚ ਤਾਂ ਪੰਜਾਬੀਆਂ ਦਾ ਹੀ ਬੋਲਬਾਲਾ ਹੈ।

ਪਾਰਕਾਂ ਵਿਚ ਸਵੇਰੇ ਸ਼ਾਮ ਬਜ਼ੁਰਗ ਪੰਜਾਬੀ ਜੁੜ ਕੇ ਬੈਠਦੇ ਹਨ ਅਤੇ ਉੱਥੇ ਹਰ ਤਰਾਂ ਦੀਆਂ ਗਲਾਂ ਕਰਦੇ ਹਨ। ਇਸੇ ਤਰਾਂ ਹੀ ਅਮਰੀਕਾ ਦੇ ਕੈਲੇਫੋਰਨੀਆਂ, ਨਿਊਯਾਰਕ, ਵਾਸ਼ਿਗਟਨ ਇਲਾਕਿਆਂ ਵਿਚ ਵੀ ਪੰਜਾਬੀ ਵੱਡੀ ਗਿਣਤੀ ਵਿਚ ਮਿਲਦੇ ਹਨ। ਕੈਲੇਫੋਰਨੀਆਂ ਵਿੱਚ ਰਹਿੰਦੇ ਪੰਜਾਬੀਆਂ ਨੇ ਉਥੇ ਲੱਕੜ ਦੇ ਬਹੁਤ ਸੁੰਦਰ ਘਰ ਬਣਾਏ ਹੋਏ ਹਨ। ਉਹਨਾ ਨੇ ਕਈ ਥਾਵਾਂ ਉਪਰ ਆਪਣੇ ਘਰਾਂ ਨੂੰ ਵੀ ਪੰਜਾਬ ਦੀ ਲੁਕ ਦਿਤੀ ਹੋਈ ਹੈ।

ਇਹ ਵੀ ਕਿਹਾ ਜਾ ਸਕਦਾ ਹੈ ਕਿ ਪੰਜਾਬੀਆਂ ਨੇ ਪੂਰੀ ਦੁਨੀਆ ਵਿੱਚ ਹੀ ਆਪਣੀ ਸਰਦਾਰੀ ਕਾਇਮ ਕੀਤੀ ਹੋਈ ਹੈ। ਪੰਜਾਬ ਵਿਚ ਜਿਥੇ ਵੱਡੀ ਗਿਣਤੀ ਲੋਕ ਪੰਜਾਬੀ ਨੂੰ ਹੀ ਬੇਗਾਨਾ ਜਿਹਾ ਸਮਝਣ ਲੱਗ ਪਏ ਹਨ, ਖਾਸ ਤੌਰ ਤੇ ਨੌਜਵਾਨ ਪੀੜੀ ਤਾਂ ਅੰਗਰੇਜ਼ੀ ਅਤੇ ਹਿੰਦੀ ਬੋਲਣ ਨੂੰ ਤਰਜੀਹ ਦਿੰਦੀ ਹੈ। ਤਰਾਸਦੀ ਇਹ ਵੀ ਹੈ ਕਿ ਮਰਦਮ ਸ਼ੁਮਾਰੀ ਹੁੰਦੀ ਹੈ ਤਾਂ ਵੱਡੀ ਗਿਣਤੀ ਪੰਜਾਬੀ ਆਪਣੀ ਮਾਂ ਬੋਲੀ ਪੰਜਾਬੀ ਦੀ ਥਾਂ ਹੋਰ ਭਾਸ਼ਾ ਲਿਖਾ ਦਿੰਦੇ ਹਨ। ਜਦੋਂ ਕਿ ਉਹ ਸਾਰੀ ਉਮਰ ਖੁਦ ਵੀ ਪੰਜਾਬੀ ਬੋਲਦੇ ਹਨ ਅਤੇ ਉਹਨਾਂ ਦੇ ਪਰਿਵਾਰਿਕ ਮੈਂਬਰ ਵੀ ਪੰਜਾਬੀ ਵਿੱਚ ਹੀ ਗੱਲ ਕਰਦੇ ਹਨ। ਉਹ ਆਪਣੀ ਰੋਜੀ ਰੋਟੀ ਵੀ ਪੰਜਾਬੀ ਬੋਲ ਕੇ ਹੀ ਕਮਾਉਂਦੇ ਹਨ ਪਰ ਪੰਜਾਬੀ ਨੂੰ ਮਾਂ ਬੋਲੀ ਮੰਨਣ ਤੋਂ ਕਈ ਵਾਰ ਇਨਕਾਰੀ ਹੋ ਜਾਂਦੇ ਹਨ।

ਦੂਜੇ ਪਾਸੇ ਵਿਦੇਸ਼ਾਂ ਵਿਚ ਵਸੇ ਪੰਜਾਬੀ ਜਿੱਥੇ ਆਪਣੇ ਵਿੱਚ ਪੰਜਾਬੀ ਸੱਭਿਆਚਾਰ ਨੂੰ ਸਮੋਈ ਬੈਠੇ ਹਨ, ਉਥੇ ਉਹ ਪੰਜਾਬੀ ਮਾਂ ਬੋਲੀ ਨੂੰ ਵੀ ਨਹੀਂ ਭੁਲੇ। ਉਹ ਆਪਣੇ ਘਰ ਵਿਚ ਬੱਚਿਆਂ ਨਾਲ ਪੰਜਾਬੀ ਬੋਲਦੇ ਹਨ ਅਤੇ ਸਾਰਾ ਦਿਨ ਅੰਗਰੇਜੀ ਬੋਲਦੇ ਰਹਿਣ ਦੇ ਬਾਵਜੂਦ ਜਦੋਂ ਘਰ ਫੋਨ ਕਰਦੇ ਹਨ ਤਾਂ ਪੰਜਾਬੀ ਵਿਚ ਹੀ ਗੱਲ ਕਰਦੇ ਹਨ। ਵਿਦੇਸ਼ੀ ਪੰਜਾਬੀਆਂ ਨੇ ਜਿਸ ਤਰਾਂ ਆਪਣੇ ਸਭਿਆਚਾਰ, ਧਰਮ ਅਤੇ ਬੋਲੀ ਨੂੰ ਸੰਭਾਲਿਆ ਹੈ।

ਉਸ ਨਾਲ ਨਾਲ ਇਹ ਗੱਲ ਤਾਂ ਆਖੀ ਜਾ ਸਕਦੀ ਹੈ ਕਿ ਪੰਜਾਬ ਵਿੱਚ ਰਹਿਣ ਦੇ ਬਾਵਜੂਦ ਅਸੀਂ ਭਾਵੇਂ ਆਪਣੀ ਮਾਂ ਬੋਲੀ ਤੋਂ ਦੂਰ ਹੋਗਏ ਹਨ ਪਰੰਤੂ ਪੰਜਾਬ ਵਿੱਚ ਪੰਜਾਬੀ ਮਾਂ ਬੋਲੀ ਨਾਲ ਹੁੰਦੇ ਵਿਤਕਰੇ ਨੂੰ ਵੇਖ ਕੇ ਅੰਤਰਰਾਸ਼ਟਰੀ ਸੰਸਥਾਂ ਵਲੋਂ ਕੁੱਝ ਸਮਾਂ ਪਹਿਲਾਂ ਖਦਸਾ ਜਾਹਿਰ ਕੀਤਾ ਗਿਆ ਸੀ ਜੇਕਰ ਇਹੀ ਹਾਲ ਰਿਹਾ ਤਾਂ ਅਗਲੇ ਪੰਜਾਹ ਸਾਲਾਂ ਵਿੱਚ ਪੰਜਾਬੀ ਖਤਮ ਹੋ ਜਾਵੇਗੀ ਪਰੰਤੂ ਪ੍ਰਵਾਸੀ ਪੰਜਾਬੀਆਂ ਨੇ ਆਪਣੀ ਜਿੰਮੇਵਾਰੀ ਸੰਭਾਲੀ ਹੈ ਉਸਨੂੰ ਮੁੱਖ ਰੱਖਦਿਆਂ ਇਹ ਗੱਲ ਆਖੀ ਜਾ ਸਕਦੀ ਹੈ ਕਿ ਪੰਜਾਬੀ ਬੋਲੀ ਕਦੇ ਵੀ ਖਤਮ ਨਹੀਂ ਹੋਵੇਗੀ, ਕਿਉਂਕਿ ਅਸਲੀ ਪੰਜਾਬੀ ਕਦੇ ਵੀ ਆਪਣੀ ਮਾਂ ਬੋਲੀ ਪੰਜਾਬੀ ਤੋਂ ਮੁਨਕਰ ਨਹੀਂ ਹੋ ਸਕਦਾ।
ਬਿਊਰੋ

Continue Reading

Editorial

ਆਮ ਲੋਕਾਂ ਨੂੰ ਆਵਾਰਾ ਕੁੱਤਿਆਂ ਦੀ ਦਹਿਸ਼ਤ ਤੋਂ ਛੁਟਕਾਰਾ ਦਿਵਾਉਣਾ ਸਰਕਾਰ ਦੀ ਜਿੰਮੇਵਾਰੀ

Published

on

By

 

ਪਿਛਲੇ ਸਮੇਂ ਦੌਰਾਨ ਸਾਡੇ ਸ਼ਹਿਰ ਵਿੱਚ ਆਵਾਰਾ ਕੁੱਤਿਆਂ ਦੀ ਸਮੱਸਿਆ ਬਹੁਤ ਜਿਆਦਾ ਵੱਧ ਗਈ ਹੈ ਅਤੇ ਸਾਡੇ ਸ਼ਹਿਰ ਅਤੇ ਜਿਲ੍ਹੇ ਵਿੱਚ ਇਹਨਾਂ ਆਵਾਰਾ ਕੁੱਤਿਆਂ ਵਲੋਂ ਲੋਕਾਂ ਨੂੰ ਆਪਣਾ ਸ਼ਿਕਾਰ ਬਣਾਉਣ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਜੇਕਰ ਸਾਡੇ ਸ਼ਹਿਰ ਅਤੇ ਇਸਦੇ ਆਸ ਪਾਸ ਦੇ ਖੇਤਰ ਦੀ ਗੱਲ ਕਰੀਏ ਤਾਂ ਇੱਥੇ ਹਾਲਾਤ ਬਹੁਤ ਜਿਆਦਾ ਗੰਭੀਰ ਕਹੇ ਜਾ ਸਕਦੇ ਹਨ ਅਤੇ ਇਹਨਾਂ ਕੁੱਤਿਆਂ ਵਲੋਂ ਆਮ ਲੋਕਾਂ ਨੂੰ ਵੱਢੇ ਜਾਣ ਦੇ ਮਾਮਲੇ ਲਗਾਤਾਰ ਸਾਮ੍ਹਣੇ ਆ ਰਹੇ ਹਨ। ਇਹ ਸਮੱਸਿਆ ਕਿੰਨੀ ਗੰਭੀਰ ਹੈ ਇਸਦਾ ਅੰਦਾਜਾ ਇਸ ਨਾਲ ਵੀ ਲਗਾਇਆ ਜਾ ਸਕਦਾ ਹੈ ਕਿ ਮੁਹਾਲੀ ਦੇ ਸਿਵਲ ਹਸਪਤਾਲ ਵਿੱਚ ਰੋਜਾਨਾ 40 -50 ਦੇ ਕਰੀਬ ਮਰੀਜ ਕੁੱਤਿਆਂ ਦੇ ਵੱਢੇ ਜਾਣ ਦੇ ਇਲਾਜ ਲਈ ਪਹੁੰਚਦੇ ਹਨ। ਪਰੰਤੂ ਪ੍ਰਸ਼ਾਸ਼ਨ ਇਸ ਸਮੱਸਿਆ ਤੇ ਕਾਬੂ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਸਾਬਿਤ ਹੋਇਆ ਹੈ।

ਸ਼ਹਿਰ ਵਿਚਲੀ ਆਵਾਰਾ ਕੁੱਤਿਆਂ ਦੀ ਇਹ ਸਮੱਸਿਆ ਪਿਛਲੇ ਸਾਲਾਂ ਦੌਰਾਨ ਲਗਾਤਾਰ ਵੱਧਦੀ ਰਹੀ ਹੈ ਅਤੇ ਮੌਜੂਦਾ ਹਾਲਾਤ ਇਹ ਹਨ ਕਿ ਆਵਾਰਾ ਕੁੱਤੇ ਸ਼ਹਿਰ ਦੇ ਲਗਭਗ ਸਾਰੇ ਖੇਤਰਾਂ ਵਿੱਚ ਆਮ ਦਿਖਦੇ ਹਨ। ਸ਼ਹਿਰ ਦੇ ਪਾਰਕਾਂ ਅਤੇ ਹੋਰਨਾਂ ਖਾਲੀ ਥਾਵਾਂ, ਵਿਦਿਅਕ ਅਦਾਰਿਆਂ ਵਿੱਚ ਖਾਲੀ ਮੈਦਾਨਾਂ, ਸੜਕਾਂ ਦੇ ਕਿਨਾਰੇ, ਰਿਹਾਇਸ਼ੀ ਕਾਲੋਨੀਆਂ ਵਿੱਚ ਅਤੇ ਮਾਰਕੀਟਾਂ ਵਿੱਚ ਇਹਨਾਂ ਆਵਾਰਾ ਕੁੱਤਿਆਂ ਦੇ ਝੁੰਡ ਆਮ ਦਿਖ ਜਾਂਦੇ ਹਨ। ਕੁੱਤਿਆਂ ਦੇ ਇਹ ਝੁੰਡ ਹਰ ਪਾਸੇ ਘੁੰਮਦੇ ਰਹਿੰਦੇ ਹਨ ਅਤੇ ਆਉਂਦੇ ਜਾਂਦੇ ਲੋਕਾਂ ਦੇ ਪਿੱਛੇ ਪੈਂਦੇ ਹਨ।

ਸ਼ਹਿਰ ਵਿੱਚ ਜਿਹਨਾਂ ਥਾਵਾਂ ਤੇ ਮੀਟ, ਮੁਰਗਾ, ਮੱਛੀ ਅਤੇ ਅਜਿਹਾ ਹੋਰ ਸਾਮਾਨ ਵਿਕਦਾ ਹੈ ਉਹਨਾਂ ਥਾਵਾਂ ਨੇੜੇ ਇਹਨਾਂ ਦੀ ਗਿਣਤੀ ਕੁੱਝ ਜਿਆਦਾ ਦਿਖਦੀ ਹੈ। ਇਹਨਾਂ ਥਾਵਾਂ ਤੇ ਕੁੱਤਿਆਂ ਨੂੰ ਕੱਚਾ ਮੀਟ ਖਾਣ ਨੂੰ ਮਿਲਦਾ ਹੈ ਜਿਹੜਾ ਇਹਨਾਂ ਨੂੰ ਹੋਰ ਵੀ ਖੂੰਖਾਰ ਬਣਾਉਂਦਾ ਹੈ ਅਤੇ ਇਹਨਾਂ ਦੇ ਮੂੰਹ ਨੂੰ ਲਗਣ ਵਾਲਾ ਇਹ ਖੂਨ ਇਹਨਾਂ ਨੂੰ ਲੋਕਾਂ ਤੇ ਹਮਲਾ ਕਰਨ ਲਈ ਉਕਸਾਉਂਦਾ ਹੈ। ਸ਼ਹਿਰ ਵਿੱਚ ਘੁੰਮਦੇ ਇਹ ਆਵਾਰਾ ਕੁੱਤੇ ਕਈ ਵਾਰ ਆਪਸ ਵਿੱਚ ਵੀ ਲੜ ਪੈਂਦੇ ਹਨ ਜਿਸ ਦੌਰਾਨ ਇਹ ਆਉਂਦੇ ਜਾਂਦੇ ਵਾਹਨਾਂ ਵਿੱਚ ਵੱਜ ਕੇ ਸੜਕ ਹਾਦਸਿਆਂ ਦਾ ਕਾਰਨ ਬਣਦੇ ਹਨ। ਪਰੰਤੂ ਇਸ ਸਭ ਦੇ ਬਾਵਜੂਦ ਇਹਨਾਂ ਆਵਾਰਾ ਕੁਤਿਆਂ ਉਪਰ ਕਾਬੂ ਪਾਉਣ ਲਈ ਕੁਝ ਨਹੀਂ ਕੀਤਾ ਜਾਂਦਾ। ਹਾਲਾਤ ਇਹ ਹਨ ਕਿ ਇਹਨਾਂ ਆਵਾਰਾ ਕੁੱਤਿਆਂ ਦੀ ਗਿਣਤੀ ਲਗਾਤਾਰ ਵੱਧਦੀ ਹੀ ਰਹੀ ਹੈ ਅਤੇ ਹਾਲਾਤ ਇਹ ਹਨ ਕਿ ਇਹ ਆਵਾਰਾ ਆਮ ਲੋਕਾਂ ਦੀ ਜਾਨ ਦਾ ਖੌਅ ਬਣ ਚੁੱਕੇ ਹਨ।

ਆਵਾਰਾ ਕੁੱਤਿਆਂ ਦੀ ਦਹਿਸ਼ਤ ਇੰਨੀ ਜਿਆਦਾ ਹੈ ਕਿ ਲੋਕ ਆਪਣੇ ਬੱਚਿਆਂ ਨੂੰ ਖੇਡਣ ਲਈ ਘਰ ਤੋਂ ਬਾਹਰ ਭੇਜਣ ਤੋਂ ਵੀ ਡਰਦੇ ਹਨ। ਸ਼ਹਿਰ ਅਤੇ ਆਸਪਾਸ ਦੇ ਖੇਤਰ ਵਿੱਚ ਆਵਾਰਾ ਕੁੱਤਿਆਂ ਦੇ ਅਜਿਹੇ ਝੁੰਡ ਸਮੇਂ ਸਮੇਂ ਤੇ ਬੱਚਿਆਂ, ਔਰਤਾਂ ਅਤੇ ਬਜੁਰਗਾਂ ਨੂੰ ਆਪਣਾ ਸ਼ਿਕਾਰ ਬਣਾਉਂਦੇ ਰਹਿੰਦੇ ਹਨ। ਇਸਤੋਂ ਇਲਾਵਾ ਇਹ ਆਵਾਰਾ ਕੁੱਤੇ ਲੋਕਾਂ ਦੇ ਘਰਾਂ ਵਿੱਚ ਕੰਮ ਕਰਨ ਵਾਲੀਆਂ ਔਰਤਾਂ, ਫੇਰੀ ਵਾਲਿਆਂ ਅਤੇ ਦੁੱਧ ਸਪਲਾਈ ਕਰਨ ਵਾਲਿਆਂ ਤੇ ਵੀ ਹਮਲਾ ਕਰ ਦਿੰਦੇ ਹਨ ਅਤੇ ਇਹਨਾਂ ਕਾਰਨ ਲੋਕਾਂ ਦਾ ਜੀਣਾ ਹਰਾਮ ਹੋ ਗਿਆ ਹੈ।

ਸ਼ਹਿਰ ਦੇ ਵੱਖ ਵੱਖ ਖੇਤਰਾਂ ਵਿੱਚ ਆਵਾਰਾ ਕੁੱਤਿਆਂ ਵਲੋਂ ਲੋਕਾਂ ਨੂੰ ਵੱਢੇ ਜਾਣ ਦੀਆਂ ਘਟਨਾਵਾਂ ਵਿੱਚ ਹੁੰਦੇ ਵਾਧੇ ਕਾਰਨ ਵਸਨੀਕ ਇਹਨਾਂ ਕੁੱਤਿਆਂ ਦੀ ਦਹਿਸ਼ਤ ਦੇ ਸਾਏ ਹੇਠ ਜੀਣ ਲਈ ਮਜਬੂਰ ਹਨ। ਇਸ ਸੰਬੰਧੀ ਵਸਨੀਕਾਂ ਵਲੋਂ ਨਗਰ ਨਿਗਮ ਦੇ ਮੇਅਰ ਅਤੇ ਹੋਰਨਾਂ ਅਧਿਕਾਰੀਆਂ ਨੂੰ ਲਗਾਤਾਰ ਸ਼ਿਕਾਇਤਾਂ ਵੀ ਕੀਤੀਆਂ ਜਾਂਦੀਆਂ ਹਨ ਪਰੰਤੂ ਨਗਰ ਨਿਗਮ ਵਲੋਂ ਇਸ ਸੰਬੰਧੀ ਕੋਈ ਪ੍ਰਭਾਵੀ ਕਾਰਵਾਈ ਅਮਲ ਵਿੱਚ ਨਾ ਲਿਆਂਦੇ ਜਾਣ ਕਾਰਨ ਲੋਕਾਂ ਵਿੱਚ ਰੋਸ ਵੱਧ ਰਿਹਾ ਹੈ। ਨਗਰ ਨਿਗਮ ਵਲੋਂ ਆਵਾਰਾ ਕੁੱਤਿਆਂ ਦੀ ਵੱਧਦੀ ਗਿਣਤੀ ਤੇ ਕਾਬੂ ਕਰਨ ਲਈ ਕੀਤੀ ਜਾਣ ਵਾਲੀ ਕਾਰਵਾਈ ਦੇ ਤਹਿਤ ਕੁਤਿਆਂ ਦੀ ਨਸਬੰਦੀ ਦੀ ਸਕੀਮ ਜਰੂਰ ਚਲਾਈ ਜਾਂਦੀ ਹੈ ਪਰੰਤੂ ਇਸਦੇ ਵੀ ਆਸ ਮੁਤਾਬਿਕ ਨਤੀਜੇ ਨਹੀਂ ਆਉਂਦੇ ਅਤੇ ਇਹਨਾਂ ਆਵਾਰਾ ਕੁੱਤਿਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ।

ਆਵਾਰਾ ਕੁਤਿਆਂ ਦੀ ਇਸ ਲਗਾਤਾਰ ਵੱਧਦੀ ਸਮੱਸਿਆ ਤੇ ਕਾਬੂ ਕਰਨ ਲਈ ਜਰੂਰੀ ਹੈ ਕਿ ਇਸ ਸੰਬੰਧੀ ਸਰਕਾਰ ਵਲੋਂ ਲੋੜੀਂਦਾ ਕਾਨੂੰਨ ਬਣਾਇਆ ਜਾਵੇ ਅਤੇ ਇਸ ਸੰਬੰਧੀ ਲੋੜੀਂਦੀ ਕਾਰਵਾਈ ਨੂੰ ਯਕੀਨੀ ਕੀਤਾ ਜਾਵੇ। ਆਵਾਰਾ ਕੁੱਤਿਆਂ ਦੀ ਇਸ ਸਮੱਸਿਆ ਦਾ ਹਲ ਕਰਨਾ ਸਰਕਾਰ ਦੀ ਜਿੰਮੇਵਾਰੀ ਹੈ ਅਤੇ ਸਰਕਾਰ ਵਲੋਂ ਇਸ ਸੰਬੰਧੀ ਤੁਰੰਤ ਲੋੜੀਂਦੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਇਸ ਮੁੱਦੇ ਤੇ ਸਰਕਾਰ ਦੀ ਟਾਲਮਟੋਲ ਦੀ ਨੀਤੀ ਕਾਰਨ ਹਾਲਾਤ ਪਹਿਲਾਂ ਹੀ ਕਾਫੀ ਖਰਾਬ ਹਨ ਅਤੇ ਇਸ ਸੰਬੰਧੀ ਤੁੁਰੰਤ ਕਦਮ ਚੁੱਕੇ ਜਾਣੇ ਚਾਹੀਦੇ ਹਨ।

Continue Reading

Editorial

ਰੇਤਾ ਅਤੇ ਬਜਰੀ ਦੀ ਕੀਮਤ ਤੇ ਕਾਬੂ ਕਰਨਾ ਸਰਕਾਰ ਦੀ ਜਿੰਮੇਵਾਰੀ

Published

on

By

 

ਹਰ ਵਿਅਕਤੀ ਆਪਣੇ ਲਈ ਇੱਕ ਅਦਦ ਘਰ ਦਾ ਸੁਪਨਾ ਜਰੂਰ ਵੇਖਦਾ ਹੈ ਅਤੇ ਜਿਆਦਾਤਰ ਲੋਕ ਆਪਣੇ ਇਸ ਸੁਫਨੇ ਨੂੰ ਪੂਰਾ ਕਰਨ ਵਿੱਚ ਆਪਣੀ ਪੂਰੀ ਜਿੰਦਗੀ ਗੁਜਾਰ ਦਿੰਦੇ ਹਨ। ਪਲਾਟਾਂ ਅਤੇ ਮਕਾਨ ਉਸਾਰੀ ਦੇ ਸਾਮਾਨ ਦੀ ਕੀਮਤ ਬਹੁਤ ਜਿਆਦਾ ਹੋਣ ਕਾਰਨ ਪਹਿਲਾਂ ਮਕਾਨ ਵਾਸਤੇ ਪਲਾਟ ਲੈਣ ਦੀ ਕਵਾਇਦ ਅਤੇ ਫਿਰ ਉਸ ਮਕਾਨ ਦੀ ਉਸਾਰੀ ਤੇ ਹੋਣ ਵਾਲੇ ਖਰਚੇ ਇੰਨੇ ਵੱਧ ਚੁੱਕੇ ਹਨ ਕਿ ਇਹਨਾਂ ਵਾਸਤੇ ਲੋੜੀਂਦੀ ਰਕਮ ਦਾ ਪ੍ਰਬੰਧ ਕਰਨ ਵਿੱਚ ਹੀ ਵਿਅਕਤੀ ਦੀ ਜਿੰਦਗੀ ਲੰਘ ਜਾਂਦੀ ਹੈ। ਆਪਣੇ ਆਸ਼ਿਆਨੇ ਦੀ ਉਸਾਰੀ ਦੀ ਤਿਆਰੀ ਵਿੱਚ ਹੀ ਲੋਕਾਂ ਦਾ ਲੰਬਾ ਸਮਾਂ ਲੰਘ ਜਾਂਦਾ ਹੈ ਅਤੇ ਜਦੋਂ ਆਪਣੇ ਮਕਾਨ ਦੀ ਉਸਾਰੀ ਕਰਨ ਵੇਲੇ ਉਸਨੂੰ ਇਹ ਪਤਾ ਲੱਗਦਾ ਹੈ ਕਿ ਉਸਾਰੀ ਦੇ ਸਾਮਾਨ ਦੀਆਂ ਅਸਮਾਨ ਛੂੰਹਦੀਆਂ ਕੀਮਤਾਂ ਕਾਰਨ ਉਹ ਹੁਣ ਵੀ ਆਪਣਾ ਮਕਾਨ ਬਣਾਉਣ ਦਾ ਸਮਰਥ ਹੀ ਨਹੀਂ ਰਿਹਾ ਤਾਂ ਉਸਨੂੰ ਸਮਝ ਹੀ ਨਹੀਂ ਆਉਂਦਾ ਕਿ ਉਹ ਕਿੱਥੇ ਜਾ ਕੇ ਫਰਿਆਦ ਕਰੇ।

ਤਿੰਨ ਸਾਲ ਪਹਿਲਾਂ ਪੰਜਾਬ ਦੀ ਸੱਤਾ ਤੇ ਕਾਬਿਜ ਹੋਣ ਵਾਲੀ ਆਮ ਆਦਮੀ ਪਾਰਟੀ ਵਲੋਂ ਵਿਧਾਨਸਭਾ ਚੋਣਾ ਦੌਰਾਨ ਰੇਤ ਅਤੇ ਬਜਰੀ ਦੀਆਂ ਵੱਧਦੀਆਂ ਕੀਮਤਾਂ ਨੂੰ ਵੱਡਾ ਮੁੱਦਾ ਬਣਾਇਆ ਗਿਆ ਸੀ ਅਤੇ ਆਮ ਆਦਮੀ ਪਾਰਟੀ ਦਾ ਦਾਅਵਾ ਕਰਦੀ ਸੀ ਕਿ ਸੱਤਾ ਤੇ ਕਾਬਿਜ ਹੋਣ ਤੋਂ ਬਾਅਦ ਸਰਕਾਰ ਵਲੋਂ ਰੇਤ ਮਾਫੀਆ ਤੇ ਕਾਬੂ ਕਰਕੇ ਆਮ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਜਾਵੇਗੀ ਪਰੰਤੂ ਨਵੀਂ ਸਰਕਾਰ ਦੇ ਇਹ ਦਾਅਵੇ ਪੂਰੀ ਤਰ੍ਹਾ ਹਵਾ ਹਵਾਈ ਹੀ ਸਾਬਿਤ ਹੋਏ ਹਨ। ਹਾਲਾਤ ਇਹ ਹਨ ਕਿ ਪਿਛਲੇ ਸਮੇਂ ਦੌਰਾਨ ਮਕਾਨ ਉਸਾਰੀ ਵਾਸਤੇ ਵਰਤੇ ਜਾਣ ਵਾਲੇ ਸਾਮਾਨ ਜਿਵੇਂ ਰੇਤਾ, ਬਜਰੀ, ਇੱਟਾਂ, ਸੀਮਿੰਟ ਆਦਿ ਦੀਆਂ ਕੀਮਤਾਂ ਵਿੱਚ ਬੇਤਹਾਸ਼ਾ ਵਾਧਾ ਹੋਇਆ ਹੈ ਜਿਸ ਕਾਰਨ ਆਮ ਲੋਕਾਂ ਦਾ ਇਹ ਸੁਫਨਾ ਵਿਚਾਲੇ ਹੀ ਰਹਿ ਗਿਆ ਹੈ। ਇਸ ਦੌਰਾਨ ਪਹਿਲਾਂ ਤੋਂ ਸਰਗਰਮ ਰੇਤ ਮਾਫੀਆ (ਜਿਸਨੂੰ ਵੱਡੇ ਸਿਆਸੀ ਆਗੂਆਂ ਅਤੇ ਸਰਕਾਰੀ ਅਧਿਕਾਰੀਆਂ ਦੀ ਕਥਿਤ ਸਰਪਰਸਤੀ ਹਾਸਿਲ ਹੈ) ਵਲੋਂ ਰੇਤਾ ਅਤੇ ਬਜਰੀ ਦੇ ਕਾਰੋਬਾਰ ਤੇ ਪੂਰੀ ਤਰ੍ਹਾਂ ਕਬਜਾ ਕਰ ਲਿਆ ਗਿਆ ਹੈ ਅਤੇ ਸਰਕਾਰ ਦੇ ਤਮਾਮ ਦਾਅਵਿਆਂ ਦੇ ਬਾਵਜੂਦ ਉਸ ਵਲੋਂ ਰੇਤ ਅਤੇ ਬਜਰੀ ਦੀ ਮਨਮਾਨੀ ਕੀਮਤ ਵਸੂਲ ਕੇ ਮੋਟਾ ਮੁਨਾਫਾ ਕਮਾਇਆ ਜਾ ਰਿਹਾ ਹੈ।

ਸੂਬੇ ਦੀ ਸੱਤਾ ਤੇ ਕਾਬਿਜ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਭਾਵੇਂ ਸਮੇਂ ਸਮੇਂ ਤੇ ਰੇਤ ਅਤੇ ਬਜਰੀ ਦੀਆਂ ਕੀਮਤਾਂ ਕਾਬੂ ਹੇਠ ਰੱਖਣ ਲਈ ਲੋੜੀਂਦੀ ਕਾਰਵਾਈ ਕਰਨ ਦੇ ਦਾਅਵੇ ਕੀਤੇ ਜਾਂਦੇ ਹਨ ਪਰੰਤੂ ਉਸਦੀ ਇਹ ਕਾਰਵਾਈ ਸਿਰਫ ਸਰਕਾਰੀ ਐਲਾਨਾਂ ਤਕ ਹੀ ਸੀਮਿਤ ਹੈ ਅਤੇ ਇਹ ਸਮੱਸਿਆ ਹਲ ਹੋਣ ਵਾਲੀ ਨਹੀਂ ਦਿਖਦੀ। ਸਰਕਾਰ ਭਾਵੇਂ ਕੋਈ ਵੀ ਤਰਕ ਦੇਵੇ ਅਤੇ ਕਿੰਨੇ ਵੀ ਦਾਅਵੇ ਕਰੇ ਪਰੰਤੂ ਰੇਤ ਅਤੇ ਬਜਰੀ ਦੀ ਲਗਾਤਾਰ ਵੱਧਦੀ ਕੀਮਤ ਉਸਦੇ ਇਹਨਾਂ ਦਾਅਵਿਆਂ ਦਾ ਮੂੰਹ ਚਿੜ੍ਹਾਉਂਦੀ ਹੈ। ਇਸ ਵੇਲੇ ਹਾਲਾਤ ਇਹ ਹਨ ਕਿ ਰੇਤ ਅਤੇ ਬਜਰੀ ਦੀ ਕੀਮਤ ਵਿੱਚ ਹੋਏ ਬੇਸ਼ੁਮਾਰ ਵਾਧੇ ਕਾਰਨ ਲੋਕਾਂ ਦਾ ਆਪਣੇ ਘਰ ਦਾ ਸੁਪਨਾ ਟੁੱਟਣ ਲੱਗ ਪਿਆ ਹੈ। ਰੇਤ ਅਤੇ ਬਜਰੀ ਦੀ ਕੀਮਤ ਇਸ ਵੇਲੇ 40 ਰੁਪਏ ਪ੍ਰਤੀ ਫੁੱਟ ਤੋਂ ਪਾਰ ਹੋ ਚੁੱਕੀ ਹੈ ਜਿਹੜੀ ਬਹੁਤ ਜਿਆਦਾ ਹੈ ਅਤੇ ਇਸ ਕਾਰਨ ਉਸਾਰੀ ਦੀ ਕੀਮਤ ਬਹੁਤ ਵੱਧ ਜਾਂਦੀ ਹੈ। ਇਸਦੇ ਨਾਲ ਹੀ ਸੀਮਿੰਟ ਦੀ ਕੀਮਤ ਵੀ ਕਾਫੀ ਵੱਧ ਗਈ ਹੈ ਜਿਸ ਕਾਰਨ ਲੋਕਾਂ ਲਈ ਆਪਣੇ ਘਰ ਦੀ ਉਸਾਰੀ ਕਰਨੀ ਬਹੁਤ ਜਿਆਦਾ ਔਖੀ ਹੋ ਗਈ ਹੈ।

ਜਨਤਾ ਦੀਆਂ ਮੁੱਢਲੀਆਂ ਲੋੜਾਂ (ਰੋਟੀ ਕਪੜਾ ਅਤੇ ਮਕਾਨ) ਨੂੰ ਪੂਰਾ ਕਰਨਾ ਕਿਸੇ ਵੀ ਸਰਕਾਰ ਦੀ ਸਭ ਤੋਂ ਪਹਿਲੀ ਜਿੰਮੇਵਾਰੀ ਹੁੰਦੀ ਹੈ ਅਤੇ ਜਿਹੜੀ ਸਰਕਾਰ ਦੇ ਰਾਜ ਵਿੱਚ ਜਨਤਾ ਨੂੰ ਇਹ ਸਹੂਲਤਾਂ ਨਾ ਮਿਲਦੀਆਂ ਹੋਣ ਉਸਦੀ ਕਾਰਗੁਜਾਰੀ ਤੇ ਹਮੇਸ਼ਾ ਹੀ ਸਵਾਲੀਆ ਨਿਸ਼ਾਨ ਉਠਦੇ ਰਹਿੰਦੇ ਹਨ। ਅਜਿਹੀ ਸਰਕਾਰ ਭਾਵੇਂ ਕਿੰਨੇ ਵੀ ਦਾਅਵੇ ਕਰੇ ਪਰੰਤੂ ਉਸਤੋਂ ਆਮ ਲੋਕਾਂ ਦਾ ਭਰੋਸਾ ਖੁਦ ਬ ਖੁਦ ਉਠ ਜਾਂਦਾ ਹੈ।

ਪੰਜਾਬ ਵਿੱਚ ਲੋਕਾਂ ਨੂੰ ਸਾਫ ਸੁਥਰਾ ਅਤੇ ਪਾਰਦਰਸ਼ੀ ਪ੍ਰਸ਼ਾਸ਼ਨ ਮੁਹਈਆ ਕਰਵਾਉਣ ਦੇ ਦਾਅਵੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਇਹ ਜਿੰਮੇਵਾਰੀ ਹੈ ਕਿ ਉਹ ਸੂਬੇ ਵਿੱਚ ਰੇਤ ਤੇ ਬਜਰੀ ਦੀਆਂ ਕੀਮਤਾਂ ਨੂੰ ਕਾਬੂ ਕਰਨ ਲਈ ਸਖਤ ਕਾਰਵਾਈ ਨੂੰ ਯਕੀਨੀ ਬਣਾਏ। ਇਸ ਵਾਸਤੇ ਜਰੂਰੀ ਹੈ ਕਿ ਸਰਕਾਰ ਇਸ ਕਾਰੋਬਾਰ ਤੇ ਸਿਆਸਤਦਾਨਾਂ ਅਤੇ ਅਫਸਰਸ਼ਾਹੀ ਦੀ ਕਥਿਤ ਸ਼ਹਿ ਨਾਲ ਕਾਬਜ ਹੋਏ ਰੇਤ ਮਾਫੀਆ ਤੇ ਕਾਬੂ ਕਰੇ ਅਤੇ ਇਸ ਗੱਲ ਨੂੰ ਯਕੀਨੀ ਬਣਾਏ ਕਿ ਆਮ ਲੋਕਾਂ ਨੂੰ ਮਕਾਨ ਉਸਾਰੀ ਦਾ ਇਹ ਸਾਮਾਨ ਜਾਇਜ ਕੀਮਤ ਤੇ ਹਾਸਿਲ ਹੋਵੇ ਤਾਂ ਜੋ ਇਸ ਸੰਬੰਧੀ ਜਨਤਾ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਨੂੰ ਹਲ ਕੀਤਾ ਜਾ ਸਕੇ।

 

Continue Reading

Editorial

ਆਪਣੀ ਮਾਂ ਬੋਲੀ ਤੋਂ ਹੀ ਦੂਰ ਹੁੰਦੇ ਜਾ ਰਹੇ ਹਨ ਪੰਜਾਬੀ

Published

on

By

 

ਪੰਜਾਬ ਵਿੱਚ ਹੀ ਪੰਜਾਬੀ ਬੋਲੀ ਨੂੰ ਨਹੀਂ ਮਿਲਿਆ ਬਣਦਾ ਮਾਣ ਸਤਿਕਾਰ

ਵਿਦਵਾਨਾਂ ਵਲੋਂ ਅਕਸਰ ਵਿਅੰਗਮਈ ਲਹਿਜੇ ਵਿੱਚ ਕਿਹਾ ਜਾਂਦਾ ਹੈ ਕਿ ਪੰਜਾਬੀ ਭਾਸ਼ਾ ਦੇ ਜਿੰਨੇ ਲੇਖਕ ਹਨ, ਓਨੇ ਪਾਠਕ ਨਹੀਂ। ਦੂਜੇ ਪਾਸੇ ਇਹ ਵੀ ਅਸਲੀਅਤ ਹੈ ਕਿ ਸ਼ਹਿਰਾਂ ਵਿੱਚ ਰਹਿਣ ਵਾਲੇ ਵੱਡੀ ਗਿਣਤੀ ਪੰਜਾਬੀ (ਵਿਸ਼ੇਸ਼ ਕਰਕੇ ਅੰਗਰੇਜੀ ਤੇ ਕਾਨਵੈਂਟ ਸਕੂੁਲਾਂ ਵਿੱਚ ਪੜਨ ਵਾਲੇ ਉਹਨਾਂ ਦੇ ਬੱਚੇ) ਮਾਂ ਬੋਲੀ ਪੰਜਾਬੀ ਤੋਂ ਦੂਰ ਹੁੰਦੇ ਜਾ ਰਹੇ ਹਨ।

ਪੰਜਾਬ ਦੇ ਵੱਡੇ ਸ਼ਹਿਰਾਂ ਦਾ ਅਮੀਰ ਵਰਗ ਅਕਸਰ ਆਪਣੀ ਬੋਲਚਾਲ ਵਿੱਚ ਅਗ੍ਰੇਜੀ ਅਤੇ ਹਿੰਦੀ ਸ਼ਬਦਾਂ ਦੀ ਵਧੇਰੇ ਵਰਤੋਂ ਕਰਦਾ ਹੈ ਅਤੇ ਪੰਜਾਬੀ ਕਦੇ ਕਦਾਈਂ ਜਾਂ ਸਿਰਫ ਲੋੜ ਪੈਣ ਤੇ ਹੀ ਬੋਲੀ ਜਾਂਦੀ ਹੈ। ਇਸੇ ਤਰ੍ਹਾਂ ਵੱਖ ਵੱਖ ਅੰਗ੍ਰੇਜੀ ਸਕੂਲਾਂ ਤੇ ਕਾਨਵੈਂਟ ਸਕੂੁਲਾਂ ਦੇ ਬੱਚੇ ਅੰਗ੍ਰੇਜੀ ਤੇ ਹਿੰਦੀ ਬੋਲਣ ਵਿੱਚ ਮਾਹਿਰ ਹੋ ਜਾਂਦੇ ਹਨ ਪਰੰਤੂ ਉਹ ਪੰਜਾਬੀ ਤੋਂ ਕੋਰੇ ਹੀ ਰਹਿ ਜਾਂਦੇ ਹਨ। ਇਹ ਬੱਚੇ ਆਪਣੇ ਘਰਾਂ ਵਿੱਚ ਵੀ ਪੰਜਾਬੀ ਦੀ ਥਾਂ ਹਿੰਦੀ ਬੋਲਦੇ ਹਨ।

ਇਸ ਤੋਂ ਇਲਾਵਾ ਆਮ ਲੋਕ ਵੀ ਸ਼ਬਜੀਆਂ ਮੰਡੀਆਂ ਜਾਂ ਹਫਤਾਵਾਰੀ ਮੰਡੀਆਂ ਵਿੱਚ ਰੇਹੜੀਆਂ ਫੜੀਆਂ ਵਾਲੇ ਪਰਵਾਸੀ ਮਜਦੁੂਰਾਂ ਤੋਂ ਸਮਾਨ ਲੈਣ ਮੌਕੇ ਹਿੰਦੀ ਹੀ ਬੋਲਦੇ ਹਨ, ਜਦੋਂ ਕਿ ਇਹਨਾਂ ਪਰਵਾਸੀ ਮਜਦੂੁਰਾਂ ਨੂੰ ਪੰਜਾਬ ਵਿੱਚ ਕਈ ਸਾਲ ਰਹਿੰਦੇ ਹੋਣ ਕਰਕੇ ਪੰਜਾਬੀ ਵੀ ਸਮਝ ਵਿੱਚ ਆ ਜਾਂਦੀ ਹੈ ਅਤੇ ਇਹ ਪਰਵਾਸੀ ਮਜਦੂਰ ਪੰਜਾਬੀ ਬੋਲ ਵੀ ਸਕਦੇ ਹਨ ਪਰ ਆਮ ਲੋਕ ਇਹਨਾਂ ਪਰਵਾਸੀ ਮਜਦੂਰਾਂ ਤੋਂ ਸਮਾਨ ਖਰੀਦਣ ਮੌਕੇ ਸਿਰਫ ਹਿੰਦੀ ਬੋਲਦੇ ਹਨ। ਇਹਨਾਂ ਪਰਵਾਸੀ ਮਜਦੂਰਾਂ ਦਾ ਹਿੰਦੀ ਪ੍ਰਤੀ ਮੋਹ ਏਨਾ ਜਿਆਦਾ ਹੈ ਕਿ ਇਹ ਲੋਕ ਪੰਜਾਬੀ ਬੋਲਣੀ ਅਤੇ ਸਮਝਣੀ ਆਉਣ ਦੇ ਬਾਵਜੂਦ ਅਕਸਰ ਹਿੰਦੀ ਹੀ ਬੋਲਦੇ ਹਨ। ਇਸ ਤੋਂ ਇਲਾਵਾ ਸ਼ਹਿਰਾਂ ਤੇ ਕਸਬਿਆਂ ਵਿੱਚ ਥਾਂ ਥਾਂ ਬੈਠੇ ਚਾਹ ਵੇਚਣ ਵਾਲੇ ਅਤੇ ਹੋਰ ਸਮਾਨ ਵੇਚਣ ਵਾਲੇ ਵੀ ਆਪਣੇ ਪੰਜਾਬੀ ਗ੍ਰਾਹਕਾਂ ਨਾਲ ਹਿੰਦੀ ਵਿੱਚ ਵੀ ਗੱਲਬਾਤ ਕਰਦੇ ਹਨ।

ਪੰਜਾਬ ਦੇ ਪਿੰਡਾਂ ਵਿੱਚ ਭਾਵੇਂ ਸ਼ੁੱਧ ਪੰਜਾਬੀ ਬੋਲੀ ਜਾਂਦੀ ਹੈ ਪਰ ਅਸਲੀਅਤ ਇਹ ਵੀ ਹੈ ਕਿ ਖੇਤਾਂ ਵਿੱਚ ਕੰਮ ਕਰਨ ਵਾਲੇ ਪਰਵਾਸੀ ਮਜਦੂਰਾਂ ਨਾਲ ਪੰਜਾਬੀ ਕਿਸਾਨ ਅਕਸਰ ਹਿੰਦੀ ਵਿੱਚ ਹੀ ਗਲ ਕਰਦੇ ਹਨ, ਜਦੋਂ ਕਿ ਅਨੇਕਾਂ ਸਾਲਾਂ ਤੋਂ ਪੰਜਾਬ ਵਿੱਚ ਰਹਿ ਰਹੇ ਇਹ ਪਰਵਾਸੀ ਮਜਦੂਰ ਪੰਜਾਬੀ ਚੰਗੀ ਤਰਾਂ ਸਮਝ ਅਤੇ ਬੋਲ ਲੈਂਦੇ ਹਨ।

ਲੰਡਨ ਯੂਨੀਵਰਸਿਟੀ ਦੇ ਸਕੂਲ ਆਫ਼ ਓਰੀਐਂਟਲ ਐਂਡ ਅਫ਼ਰੀਕਨ ਸਟੱਡੀਜ਼ ਵਿੱਚ ਮੱਧ ਅਤੇ ਦੱਖਣੀ ਏਸ਼ੀਆ ਬਾਰੇ ਅਧਿਐਨ ਕਰ ਰਹੀ ਲੇਖਿਕਾ ਨਿਸ਼ਠਾ ਸੂਦ ਕਹਿੰਦੀ ਹੈ ਕਿ ਜ਼ੀਰਕਪੁਰ ਵਿੱਚ ਰਹਿੰਦੀ ਆਪਣੀ ਦਸ ਸਾਲ ਦੀ ਭਤੀਜੀ ਨੂੰ ਜਦੋਂ ਮੈਂ ਪੁੱਛਿਆ ਕਿ ਉਹ ਪੰਜਾਬੀ ਦੀ ਬਜਾਏ ਹਿੰਦੀ ਕਿਉਂ ਬੋਲਦੀ ਹੈ ਤਾਂ ਉਸ ਦਾ ਜਵਾਬ ਸੀ ”ਕਿਉਂਕਿ ਮੈਂ ਇੰਡੀਅਨ ਹੂੰ”। ਇਸ ਤੋਂ ਪਤਾ ਲੱਗਦਾ ਹੈ ਕਿ ਕਿਵੇਂ ਨਵੀਂ ਪੀੜ੍ਹੀ ਹਿੰਦੀ ਨੂੰ ਰਾਸ਼ਟਰੀ ਪਛਾਣ ਨਾਲ ਜੋੜ ਕੇ ਵੇਖਦੀ ਹੈ ਤੇ ਪੰਜਾਬੀ ਨੂੰ ਕਿਵੇਂ ਵਿਸਾਰ ਰਹੀ ਹੈ। ਲੇਖਿਕਾ ਨਿਸ਼ਠਾ ਸੂਦ ਦਾ ਕਹਿਣਾ ਹੈ ਕਿ ਜਦੋਂ ਮੈਂ ਆਪਣੀ ਭਤੀਜੀ ਸਾਹਮਣੇ ‘ਡੱਡੂ’ ਸ਼ਬਦ ਬੋਲ ਬੈਠੀ ਤਾਂ ਉਸ ਨੇ ਪੁੱਛਿਆ ”ਵਟ ਇਜ਼ ਡੱਡੂ?”। ਆਖ਼ਰ ਮੈਨੂੰ ਹਿੰਦੀ ਦਾ ਸ਼ਬਦ ‘ਮੇਂਢਕ’ ਵਰਤ ਕੇ ਉਸ ਨੂੰ ‘ਡੱਡੂ’ ਦਾ ਅਰਥ ਸਮਝਾਉਣਾ ਪਿਆ।

ਪੰਜਾਬ ਵਿੱਚ ਪੰਜਾਬੀ ਨੂੰ 1966 ਦੌਰਾਨ ਰਾਜ ਭਾਸ਼ਾ ਦਾ ਦਰਜਾ ਤਾਂ ਦੇ ਦਿੱਤਾ ਗਿਆ, ਪਰ ਪੰਜਾਬੀ ਨੂੰ ਪੰਜਾਬ ਵਿੱਚ ਬਣਦਾ ਮਾਣ ਸਤਿਕਾਰ ਨਹੀਂ ਮਿਲਿਆ ਜਦੋਂਕਿ ਸ਼ਹਿਰੀ ਖੇਤਰਾਂ ਵਿੱਚ ਹਿੰਦੀ ਦਾ ਪ੍ਰਭਾਵ ਵਧ ਰਿਹਾ ਹੈ। ਤ੍ਰਾਸਦੀ ਇਹ ਵੀ ਹੈ ਕਿ ਜਿਆਦਾਤਰ ਪੰਜਾਬੀ ਲੇਖਕਾਂ ਦੇ ਬੱਚੇ ਅੰਗ੍ਰੇਜੀ ਸਕੂਲਾਂ ਵਿੱਚ ਪੜਦੇ ਹਨ ਅਤੇ ਪੰਜਾਬੀ ਤੋਂ ਕੋਰੇ ਹਨ।

ਇਹ ਠੀਕ ਹੈ ਕਿ ਤਰੱਕੀ ਅਤੇ ਵਿਕਾਸ ਕਰਨ ਲਈ ਅੰਗ੍ਰੇਜੀ ਜਰੂਰੀ ਹੈ ਪਰ ਇਸ ਲਈ ਮਾਂ ਬੋਲੀ ਦੀ ਬਲੀ ਨਹੀਂ ਲੈਣੀ ਚਾਹੀਦੀ। ਦੱਖਣੀ ਭਾਰਤ ਦੇ ਲੋਕ ਆਪਣੀ ਮਾਂ ਬੋਲੀ ਪ੍ਰਤੀ ਪੂਰੀ ਤਰਾਂ ਸੁਚੇਤ ਹਨ, ਉਹ ਆਪਣੀ ਬੋਲਚਾਲ ਮਾਂ ਬੋਲੀ ਵਿੱਚ ਹੀ ਕਰਦੇ ਹਨ। ਜਦੋਂ ਉਤਰੀ ਭਾਰਤ ਦਾ ਕੋਈ ਵਿਅਕਤੀ ਦਖਣੀ ਭਾਰਤ ਜਾਂਦਾ ਹੈ ਤਾਂ ਉਸ ਨੂੰ ਉਥੋਂ ਦੇ ਹੋਟਲਾਂ ਵਿੱਚ ਕਮਰਾ ਲੈਣਾ ਵੀ ਮੁਸ਼ਕਿਲ ਹੋ ਜਾਂਦਾ ਹੈ ਕਿਉਂਕਿ ਉਥੇ ਜਿਆਦਾਤਰ ਲੋਕ ਦੱਖਣੀ ਭਾਸ਼ਾ ਹੀ ਬੋਲਦੇ ਅਤੇ ਸਮਝਦੇ ਹਨ। ਉਹਨਾਂ ਉਪਰ ਅਜੇ ਅੰਗ੍ਰੇਜੀ ਦੇ ਮੋਹ ਦਾ ਅਸਰ ਨਹੀਂ ਹੋਇਆ।

ਇਸ ਤੋਂ ਇਲਾਵਾ ਪੰਜਾਬ ਵਿੱਚ ਅਜਿਹੇ ਲੋਕ ਵੀ ਵੱਡੀ ਗਿਣਤੀ ਵਿੱਚ ਹਨ ਜੋ ਕਿ ਪੰਜਾਬੀ ਬੋਲਦੇ ਹਨ, ਪੰਜਾਬੀ ਲਿਖਦੇ ਹਨ ਅਤੇ ਹਰ ਗੱਲਬਾਤ ਪੰਜਾਬੀ ਵਿੱਚ ਕਰਦੇ ਹਨ, ਹਿੰਦੀ ਉਹਨਾਂ ਨੂੰ ਚੰਗੀ ਤਰਾਂ ਬੋਲਣੀ ਅਤੇ ਲਿਖਣੀ ਵੀ ਨਹੀਂ ਆਉਂਦੀ, ਪਰੰਤੂ ਇਸ ਦੇ ਬਾਵਜੂਦ ਮਰਦਮਸ਼ੁਮਾਰੀ ਵੇਲੇ ਇਹ ਲੋਕ ਆਪਣੀ ਮਾਂ ਬੋਲੀ ਪੰਜਾਬੀ ਦੀ ਥਾਂ ਹਿੰਦੀ ਲਿਖਵਾ ਦਿੰਦੇ ਹਨ।

ਪੰਜਾਬੀਆਂ ਦਾ ਮਾਂ ਬੋਲੀ ਪੰਜਾਬੀ ਤੋਂ ਹੌਲੀ ਹੌਲੀ ਦੂਰ ਜਾਣਾ ਚਿੰਤਾ ਦਾ ਵਿਸ਼ਾ ਹੈ। ਪੰਜਾਬੀਆਂ ਨੂੰ ਅੰਗ੍ਰੇਜੀ ਅਤੇ ਹਿੰਦੀ ਵੀ ਬੋਲਣੀ ਚਾਹੀਦੀ ਹੈ ਪਰ ਮਾਂ ਬੋਲੀ ਦੀ ਬਲੀ ਨਹੀਂ ਲੈਣੀ ਚਾਹੀਦੀ ਅਤੇ ਮਾਂ ਬੋਲੀ ਨੂੰ ਢੁੱਕਵਾਂ ਮਾਣ ਸਤਿਕਾਰ ਜਰੂਰ ਦੇਣਾ ਚਾਹੀਦਾ ਹੈ। ਪੰਜਾਬੀ ਜੇ ਸੁਰਜੀਤ ਸਿੰਘ ਪਾਤਰ ਦੀ ਬੋਲੀ ਹੈ ਤਾਂ ਇਹ ਸ਼ਿਵ ਕੁਮਾਰ ਬਟਾਲਵੀ ਦੀ ਵੀ ਬੋਲੀ ਹੈ ਅਤੇ ਬੁੱਲ੍ਹੇ ਸ਼ਾਹ ਤੇ ਵਾਰਸ ਸ਼ਾਹ ਦੀ ਵੀ ਬੋਲੀ ਹੈ। ਅਸਲ ਵਿੱਚ ਪੰਜਾਬੀ ਮਾਂ ਬੋਲੀ ਸਾਰੇ ਪੰਜਾਬੀਆਂ ਦੀ ਮਾਂ ਬੋਲੀ ਹੈ। ਇਸ ਲਈ ਸਾਰੇ ਪੰਜਾਬੀਆਂ ਨੂੰ ਆਪਣੀ ਗੱਲਬਾਤ ਵੇਲੇ ਮਾਂ ਬੋਲੀ ਪੰਜਾਬੀ ਨੂੰ ਮੁੱਖ ਰੱਖਣਾ ਚਾਹੀਦਾ ਹੈ।

ਬਿਊਰੋ

Continue Reading

Latest News

Trending