Chandigarh
10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਚੰਡੀਗੜ੍ਹ, 7 ਫਰਵਰੀ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਨੇ ਅੰਮ੍ਰਿਤਸਰ ਸ਼ਹਿਰ ਦੇ ਮਾਲ ਹਲਕਾ ਕੋਟ ਖਾਲਸਾ ਵਿਖੇ ਤਾਇਨਾਤ ਪਟਵਾਰੀ ਰਵੀ ਪ੍ਰਕਾਸ਼ ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਇਸ ਸੰਬੰਧੀ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਅੰਮ੍ਰਿਤਸਰ ਸ਼ਹਿਰ ਦੇ ਨਿਊ ਮੋਹਣੀ ਪਾਰਕ ਦੇ ਵਸਨੀਕ ਪਰਮਜੀਤ ਸਿੰਘ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਸੀ ਕਿ ਉਕਤ ਪਟਵਾਰੀ ਨੇ ਉਸਦੇ ਕਰਜ਼ੇ ਦੀ ਰਕਮ ਨੂੰ ਦਰੁਸਤ ਕਰਨ ਬਦਲੇ 20,000 ਰੁਪਏ ਰਿਸ਼ਵਤ ਮੰਗੀ ਸੀ। ਮਾਲ ਰਿਕਾਰਡ ਵਿੱਚ ਅਸਲ ਕਰਜ਼ਾ 9 ਲੱਖ ਰੁਪਏ ਦੀ ਬਜਾਏ ਗਲਤੀ ਨਾਲ 90 ਲੱਖ ਰੁਪਏ ਲਿਖਿਆ ਗਿਆ ਸੀ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਅੰਮ੍ਰਿਤਸਰ ਰੇਂਜ ਦੀ ਵਿਜੀਲੈਂਸ ਬਿਊਰੋ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਉਕਤ ਪਟਵਾਰੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
Chandigarh
ਡੀਪੋਰਟ ਕੀਤੇ ਗਏ ਨੌਜਵਾਨਾਂ ਨਾਲ ਕੀਤਾ ਅਣਮਨੁੱਖੀ ਵਿਵਹਾਰ ਅਸਵੀਕਾਰ ਯੋਗ : ਬਲਬੀਰ ਸਿੱਧੂ
ਚੰਡੀਗੜ੍ਹ, 7 ਫਰਵਰੀ (ਸ.ਬ.) ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਨੇਤਾ ਬਲਬੀਰ ਸਿੰਘ ਸਿੱਧੂ ਨੇ ਭਾਰਤੀ ਪ੍ਰਵਾਸੀਆਂ ਨੂੰ ਹੱਥਕੜੀਆਂ ਅਤੇ ਬੇੜੀਆਂ ਵਿੱਚ ਜਕੜ ਕੇ ਦੇਸ਼ ਨਿਕਾਲਾ ਦੇਣ ਦੀ ਨਿਖੇਧੀ ਕਰਦਿਆਂ ਇਸਨੂੰ ਮਨੁੱਖੀ ਅਧਿਕਾਰਾਂ ਦੀ ਘੋਰ ਉਲੰਘਣਾ ਦੱਸਿਆ ਹੈ।
ਇੱਥੇ ਜਾਰੀ ਬਿਆਨ ਵਿੱਚ ਕੇਂਦਰ ਸਰਕਾਰ ਦੀ ਨਿਖੇਧੀ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਨਾਲ ਪ੍ਰਧਾਨ ਮੰਤਰੀ ਮੋਦੀ ਦੀ ਟਰੰਪ ਨਾਲ ਮਹਾਨ ਦੋਸਤੀ ਦੇ ਵੱਡੇ-ਵੱਡੇ ਦਾਅਵਿਆਂ ਦਾ ਪਰਦਾਫਾਸ਼ ਹੋ ਗਿਆ ਹੈ। ਉਹਨਾਂ ਕਿਹਾ ਕਿ ਭਾਜਪਾ ਅਗਵਾਈ ਵਾਲੀ ਸਰਕਾਰ ਨੇ ਕਮਜ਼ੋਰੀ ਜਾਹਿਰ ਕੀਤੀ ਹੈ। ਉਹਨਾਂ ਕਿਹਾ ਕਿ ਸਾਡੇ ਨੌਜਵਾਨ ਆਪਣੀਆਂ ਜਾਨਾਂ ਜੋਖਮ ਵਿੱਚ ਪਾ ਕੇ ਰੁਜ਼ਗਾਰ ਦੀ ਭਾਲ ਵਿੱਚ ਵਿਦੇਸ਼ ਗਏ ਸਨ ਕਿਉਂਕਿ ਸਾਡੀ ਸਰਕਾਰ ਉਹਨਾਂ ਨੂੰ ਰੋਜ਼ਗਾਰ ਦੇਣ ਵਿੱਚ ਅਸਫਲ ਰਹੀ ਹੈ।
ਉਹਨਾਂ ਕਿਹਾ ਕਿ ਡਿਪੋਰਟ ਕੀਤੇ ਗਏ ਨੌਜਵਾਨਾਂ ਨਾਲ ਅਣਮਨੁੱਖੀ ਸਲੂਕ ਕੀਤਾ ਗਿਆ। ਉਹਨਾਂ ਨੂੰ ਹੱਥਕੜੀਆਂ ਲਗਾਈਆਂ ਗਈਆਂ ਅਤੇ ਲੱਤਾਂ ਨੂੰ ਜੰਜ਼ੀਰਾਂ ਨਾਲ ਬੰਨ੍ਹਿਆ ਗਿਆ। ਉਹਨਾਂ ਨੌਜਵਾਨਾਂ ਨੂੰ 40 ਘੰਟੇ ਤਕ ਵਾਸ਼ਰੂਮ ਦੀ ਵਰਤੋਂ ਕਰਨ ਲਈ ਵੀ ਸੰਘਰਸ਼ ਕਰਨਾ ਪਿਆ। ਉਹਨਾਂ ਕਿਹਾ ਕਿ ਇਹ ਗੈਰ ਮਨੁੱਖੀ ਵਿਵਹਾਰ ਕਿਸੇ ਪੱਖੋਂ ਵੀ ਸਵੀਕਾਰ ਯੋਗ ਨਹੀਂ ਹੈ। ਉਹਨਾਂ ਸਵਾਲ ਕੀਤਾ ਕਿ ਭਾਰਤ ਸਰਕਾਰ ਆਪਣੇ ਨਾਗਰਿਕਾਂ ਨੂੰ ਆਪਣੀ ਧਰਤੀ ਤੇ ਵਾਪਸ ਆਉਣ ਵੇਲੇ ਕਿਸੇ ਵਿਦੇਸ਼ੀ ਦੇਸ਼ ਦੁਆਰਾ ਅਜਿਹੇ ਸਲੂਕ ਦੀ ਇਜਾਜ਼ਤ ਕਿਵੇਂ ਦੇ ਸਕਦੀ ਹੈ?
ਭਾਰਤ ਦੀ ਕੋਲੰਬੀਆ ਨਾਲ ਤੁਲਨਾ ਕਰਦਿਆਂ ਉਹਨਾਂ ਕਿਹਾ ਕਿ ਕੋਲੰਬੀਆ ਸਿਰਫ਼ 5.2 ਕਰੋੜ ਲੋਕਾਂ ਦਾ ਦੇਸ਼ ਹੈ ਅਤੇ ਵਿਸ਼ਵ ਅਰਥਵਿਵਸਥਾ ਵਿੱਚ 39ਵੇਂ ਸਥਾਨ ਤੇ ਹੈ ਪਰ ਉਹ ਆਪਣੇ ਨਾਗਰਿਕਾਂ ਲਈ ਖੜ੍ਹਾ ਹੋਇਆ। ਜਦੋਂ ਅਮਰੀਕਾ ਨੇ ਕੋਲੰਬੀਆ ਦੇ ਪ੍ਰਵਾਸੀਆਂ ਨੂੰ ਇੱਕ ਫੌਜੀ ਸੀ-17 ਜਹਾਜ਼ ਵਿੱਚ ਦੇਸ਼ ਨਿਕਾਲਾ ਦੇਣ ਦੀ ਕੋਸ਼ਿਸ਼ ਕੀਤੀ ਤਾਂ ਰਾਸ਼ਟਰਪਤੀ ਗੁਸਤਾਵੋ ਪੈਟਰੋ ਨੇ ਜਹਾਜ਼ ਨੂੰ ਉਤਾਰਨ ਤੋਂ ਇਨਕਾਰ ਕਰ ਦਿੱਤਾ ਜਿਸ ਕਰਕੇ ਅਮਰੀਕਾ ਨੂੰ ਵਾਪਸ ਜਾਣਾ ਪਿਆ। ਬਾਅਦ ਵਿੱਚ, ਕੋਲੰਬੀਆ ਨੇ ਆਪਣੇ ਨਾਗਰਿਕਾਂ ਨੂੰ ਸਨਮਾਨ ਨਾਲ ਘਰ ਲਿਆਉਣ ਲਈ ਦੋ ਯਾਤਰੀ ਜਹਾਜ਼ ਭੇਜੇ ਤੇ ਰਾਸ਼ਟਰਪਤੀ ਪੈਟਰੋ ਨੇ ਨਿੱਜੀ ਤੌਰ ਤੇ ਉਨ੍ਹਾਂ ਦਾ ਸਵਾਗਤ ਕੀਤਾ, ਉਨ੍ਹਾਂ ਨੂੰ ਵਿੱਤੀ ਸਹਾਇਤਾ ਅਤੇ ਉਨ੍ਹਾਂ ਨੂੰ ਦੇਸ਼ ਵਿੱਚ ਇੱਕ ਸਨਮਾਨਜਨਕ ਜੀਵਨ ਦਾ ਭਰੋਸਾ ਦਿੱਤਾ। ਇਸ ਦੇ ਉਲਟ ਭਾਰਤ ਜੋ ਦੁਨੀਆ ਦੀ ਪੰਜਵੀਂ ਸਭ ਤੋਂ ਵੱਡੀ ਅਰਥਵਿਵਸਥਾ ਹੈ ਅਤੇ ਇੱਕ ਪ੍ਰਮਾਣੂ ਸ਼ਕਤੀ ਹੋਣ ਦੇ ਨਾਲ ਨਾਲ 140 ਕਰੋੜ ਲੋਕਾਂ ਦਾ ਘਰ ਹੈ, ਆਪਣੇ ਨਾਗਰਿਕਾਂ ਲਈ ਅਜਿਹਾ ਕਰਨ ਵਿੱਚ ਅਸਫਲ ਰਿਹਾ।
ਪੰਜਾਬ ਸਰਕਾਰ ਤੇ ਕਿੰਤੂ ਕਰਦਿਆਂ ਉਨ੍ਹਾਂ ਕਿਹਾ ਕਿ ਆਪ ਸਰਕਾਰ ਅਣਅਧਿਕਾਰਤ ਏਜੰਟਾਂ ਨੂੰ ਰੋਕਣ ਵਿੱਚ ਪੂਰੀ ਤਰ੍ਹਾਂ ਅਸਫਲ ਰਹੀ ਹੈ ਜੋ ਡੰਕੀ ਰਸਤੇ ਰਾਹੀਂ ਮਾਸੂਮ ਨੌਜਵਾਨਾਂ ਨੂੰ ਗੈਰ ਕਾਨੂੰਨੀ ਇਮੀਗ੍ਰੇਸ਼ਨ ਵਿੱਚ ਗੁੰਮਰਾਹ ਕਰਦੇ ਹਨ। ਅੱਜ ਸੂਬੇ ਵਿੱਚ ਨੌਕਰੀਆਂ ਪੈਦਾ ਕਰਨ ਅਤੇ ਪੰਜਾਬ ਵਿੱਚ ਇੱਕ ਉਤਪਾਦਕ ਕਾਰਜ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਵਿੱਚ ਉਨ੍ਹਾਂ ਦੀ ਅਸਫਲਤਾ ਨੇ ਰੁਜ਼ਗਾਰ ਪ੍ਰਦਾਨ ਕਰਨ ਦੇ ਉਨ੍ਹਾਂ ਦੇ ਝੂਠੇ ਦਾਅਵਿਆਂ ਦਾ ਪਰਦਾਫਾਸ਼ ਕਰ ਦਿੱਤਾ ਹੈ।
ਉਹਨਾਂ ਮੰਗ ਕੀਤੀ ਕਿ ਪੰਜਾਬ ਅਤੇ ਕੇਂਦਰ ਦੋਵੇਂ ਸਰਕਾਰਾਂ ਅਮਰੀਕਾ ਤੋਂ ਡਿਪੋਰਟ ਕੀਤੇ ਗਏ ਨੌਜਵਾਨਾਂ ਦੇ ਮੁੜ ਵਸੇਬੇ ਲਈ ਫੰਡ ਜਾਰੀ ਕਰਨ।
Chandigarh
ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਉਨ੍ਹਾਂ ਨੂੰ ਬਣਦਾ ਮਾਣ-ਸਨਮਾਨ ਯਕੀਨੀ ਬਣਾਉਣ ਲਈ ਵਚਨਬੱਧ : ਮੋਹਿੰਦਰ ਭਗਤ
ਆਜ਼ਾਦੀ ਘੁਲਾਟੀਆਂ ਲਈ ਭਲਾਈ ਸਕੀਮਾਂ ਅਤੇ ਵਿਭਾਗੀ ਬਜਟ ਦਾ ਲਿਆ ਜਾਇਜ਼ਾ
ਚੰਡੀਗੜ, 7 ਫਰਵਰੀ (ਸ.ਬ.) ਪੰਜਾਬ ਦੇ ਆਜ਼ਾਦੀ ਘੁਲਾਟੀਆਂ ਬਾਰੇ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਉਨ੍ਹਾਂ ਨੂੰ ਬਣਦਾ ਮਾਣ-ਸਨਮਾਨ ਯਕੀਨੀ ਬਣਾਉਣ ਲਈ ਵਚਨਬੱਧ ਹੈ। ਪੰਜਾਬ ਸਿਵਲ ਸਕੱਤਰੇਤ ਵਿਖੇ ਵਿਭਾਗ ਦੀਆਂ ਗਤੀਵਿਧੀਆਂ ਦਾ ਮੁਲਾਂਕਣ ਕਰਨ ਅਤੇ ਆਜ਼ਾਦੀ ਘੁਲਾਟੀਆਂ ਲਈ ਵੱਖ-ਵੱਖ ਭਲਾਈ ਸਕੀਮਾਂ ਨੂੰ ਲਾਗੂ ਕਰਨ ਸਬੰਧੀ ਕਰਵਾਈ ਸਮੀਖਿਆ ਮੀਟਿੰਗ ਦੌਰਾਨ ਉਹਨਾਂ ਕਿਹਾ ਕਿ ਸਰਕਾਰ ਵਲੋਂ ਇਸ ਸੰਬੰਧੀ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ।
ਮੀਟਿੰਗ ਦੌਰਾਨ ਆਜ਼ਾਦੀ ਘੁਲਾਟੀਆਂ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਸ੍ਰੀਮਤੀ ਰਾਜੀ ਪੀ. ਸ੍ਰੀਵਾਸਤਵ ਨੇ ਆਜ਼ਾਦੀ ਘੁਲਾਟੀਆਂ ਦੇ ਆਸ਼ਰਿਤਾਂ ਲਈ ਪੈਨਸ਼ਨ ਲਾਭ, ਸਿਹਤ ਸੰਭਾਲ ਸਹਾਇਤਾ, ਵਿਦਿਅਕ ਰਾਖਵਾਂਕਰਨ ਅਤੇ ਰੁਜ਼ਗਾਰ ਸਹਾਇਤਾ ਸਮੇਤ ਮੌਜੂਦਾ ਪ੍ਰੋਗਰਾਮਾਂ ਦੇ ਕੰਮਕਾਜ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਮੰਤਰੀ ਨੇ ਅਧਿਕਾਰੀਆਂ ਨੂੰ ਇਨ੍ਹਾਂ ਭਲਾਈ ਸਕੀਮਾਂ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਅਤੇ ਲਾਭਪਾਤਰੀਆਂ ਨਾਲ ਨਿਰੰਤਰ ਰਾਬਤਾ ਬਣਾ ਕੇ ਰੱਖਣ ਦੇ ਨਿਰਦੇਸ਼ ਦਿੱਤੇ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਚੱਜਤਾ ਨਾਲ ਹੱਲ ਕੀਤਾ ਜਾ ਸਕੇ।
ਮੀਟਿੰਗ ਦੌਰਾਨ ਪਹਿਲਾਂ ਤੋਂ ਚੱਲ ਰਹੀਆਂ ਅਤੇ ਭਵਿੱਖੀ ਭਲਾਈ ਸਕੀਮਾਂ ਅਤੇ ਉਪਰਾਲਿਆਂ ਲਈ ਢੁਕਵੇਂ ਵਿੱਤੀ ਸਰੋਤਾਂ ਨੂੰ ਯਕੀਨੀ ਬਣਾਉਣ ਲਈ ਵਿਭਾਗ ਦੇ ਬਜਟ ਤੇ ਵੀ ਚਰਚਾ ਕੀਤੀ ਗਈ। ਮੀਟਿੰਗ ਵਿੱਚ ਆਜਾਦੀ ਘੁਲਾਟੀਆਂ ਵਿਭਾਗ ਦੇ ਸਕੱਤਰ ਗਗਨਦੀਪ ਸਿੰਘ ਬਰਾੜ, ਆਜਾਦੀ ਘੁਲਾਟੀਆਂ ਵਿਭਾਗ ਦੇ ਸੰਯੁਕਤ ਸਕੱਤਰ ਲਵਜੀਤ ਕਲਸੀ, ਸੁਪਰਡੈਂਟ ਸੁਮਨ ਲਤਾ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।
Chandigarh
ਵਿਜੀਲੈਂਸ ਬਿਊਰੋ ਵਲੋਂ ਪੀ ਐਸ ਪੀ ਸੀ ਐਲ ਦਾ ਕਰਮਚਾਰੀ 2000 ਰੁਪਏ ਰਿਸ਼ਵਤ ਲੈਂਦਿਆਂ ਕਾਬੂ
ਮੀਟਰ ਲਗਾਉਣ ਲਈ ਮੁਲਜ਼ਮ ਨੇ ਪਹਿਲਾਂ ਲਏ ਸੀ 3500 ਰੁਪਏ
ਚੰਡੀਗੜ੍ਹ, 7 ਫਰਵਰੀ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ ਐਸ ਪੀ ਸੀ ਐਲ) ਦੇ ਦਫ਼ਤਰ ਪਿੰਡ ਬੜਿੰਗ, ਜਲੰਧਰ ਛਾਉਣੀ ਵਿੱਚ ਵਿਖੇ ਤਾਇਨਾਤ ਸ਼ਿਕਾਇਤ ਸੰਭਾਲ ਸ਼ਾਖਾ (ਸੀ ਐਚ ਬੀ) ਦੇ ਸਹਾਇਕ ਚਰਨਜੀਤ ਸਿੰਘ ਨੂੰ 2000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਸੈਨਿਕ ਵਿਹਾਰ, ਪਿੰਡ ਢਿੱਲਵਾਂ ਜ਼ਿਲ੍ਹਾ ਜਲੰਧਰ ਦੇ ਵਸਨੀਕ ਰਾਕੇਸ਼ ਕੁਮਾਰ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆਸੀ ਕਿ ਉਕਤ ਮੁਲਜ਼ਮ ਨੇ ਜਲੰਧਰ ਦੀ ਰੋਜ਼ ਕਲੋਨੀ ਪਿੰਡ ਬੜਿੰਗ ਵਿਖੇ ਉਸਦੀ ਰਿਸ਼ਤੇਦਾਰ ਦੇ ਘਰ ਘਰੇਲੂ ਬਿਜਲੀ ਸਪਲਾਈ ਲਈ ਨਵਾਂ ਮੀਟਰ ਲਗਾਉਣ ਬਦਲੇ ਸਬੰਧਤ ਜੂਨੀਅਰ ਇੰਜੀਨੀਅਰ (ਜੇਈ) ਸੁਰਜੀਤ ਸਿੰਘ ਖਾਤਰ 5000 ਰੁਪਏ ਅਤੇ ਆਪਣੇ ਲਈ 500 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਇਹ ਵੀ ਦੱਸਿਆ ਕਿ ਉਕਤ ਮੁਲਜ਼ਮ ਸੀ ਐਚ ਬੀ ਨੇ 31-01-2025 ਨੂੰ ਉਸ ਘਰ ਵਿੱਚ ਬਿਜਲੀ ਦਾ ਮੀਟਰ ਲਗਾਉਣ ਮੌਕੇ ਉਸ ਕੋਲੋਂ 3500 ਰੁਪਏ ਲੈ ਲਏ ਅਤੇ ਬਾਕੀ ਰਕਮ ਬਾਅਦ ਵਿੱਚ ਅਦਾ ਕਰਨ ਲਈ ਕਿਹਾ। ਹੁਣ ਉਕਤ ਮੁਲਜ਼ਮ ਸ਼ਿਕਾਇਤਕਰਤਾ ਅਤੇ ਖਪਤਕਾਰ ਨੂੰ 2000 ਰੁਪਏ ਬਕਾਇਆ ਰਕਮ ਦੀ ਮੰਗ ਕਰ ਰਿਹਾ ਹੈ ਅਤੇ ਧਮਕੀ ਦੇ ਰਿਹਾ ਹੈ ਕਿ ਪੈਸੇ ਨਾ ਦਿੱਤੇ ਤਾਂ ਉਹ ਮੀਟਰ ਲਾਹਿਆ ਜਾ ਸਕਦਾ ਹੈ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਜਲੰਧਰ ਰੇਂਜ ਦੀ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਮੁਲਜ਼ਮ ਸੀ ਐਚ ਬੀ ਸਹਾਇਕ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 2000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਦੌਰਾਨ ਸਬੰਧਤ ਜੇਈ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।
-
National2 months ago
ਨੇਪਾਲ ਵਿੱਚ ਮਹਿਸੂਸ ਹੋਏ ਭੂਚਾਲ ਦੇ ਝਟਕੇ
-
National2 months ago
ਨਾਬਾਲਗ ਨੂੰ ਨੰਗਾ ਕਰ ਕੇ ਕੁੱਟਿਆ, ਚਿਹਰੇ ਤੇ ਕੀਤਾ ਪਿਸ਼ਾਬ, ਸ਼ਰਮ ਕਾਰਨ ਨੌਜਵਾਨ ਵੱਲੋਂ ਖੁਦਕੁਸ਼ੀ
-
National2 months ago
ਮਹਿੰਗਾਈ ਨੇ ਵਿਗਾੜਿਆ ਲੋਕਾਂ ਦੀ ਰਸੋਈ ਦਾ ਬਜਟ : ਰਾਹੁਲ ਗਾਂਧੀ
-
International1 month ago
ਬੈਂਕਾਕ ਦੇ ਪ੍ਰਸਿੱਧ ਹੋਟਲ ਵਿੱਚ ਅੱਗ ਲੱਗਣ ਕਾਰਨ ਤਿੰਨ ਵਿਦੇਸ਼ੀ ਸੈਲਾਨੀਆਂ ਦੀ ਮੌਤ
-
International1 month ago
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਜਿੰਮੀ ਕਾਰਟਰ ਦਾ ਦਿਹਾਂਤ
-
International1 month ago
ਲਾਸ ਵੇਗਾਸ ਦੇ ਟਰੰਪ ਹੋਟਲ ਦੇ ਬਾਹਰ ਧਮਾਕਾ, ਇੱਕ ਵਿਅਕਤੀ ਦੀ ਮੌਤ
-
International4 weeks ago
ਕੈਲੀਫੋਰਨੀਆ ਵਿੱਚ ਲੱਗੀ ਅੱਗ ਕਾਰਨ ਹੁਣ ਤੱਕ 24 ਵਿਅਕਤੀਆਂ ਦੀ ਮੌਤ
-
International1 month ago
ਪਾਕਿਸਤਾਨ ਵੱਲੋਂ ਅਫ਼ਗ਼ਾਨਿਸਤਾਨ ਤੇ ਕੀਤੇ ਹਵਾਈ ਹਮਲੇ ਦੌਰਾਨ 15 ਵਿਅਕਤੀਆਂ ਦੀ ਮੌਤ