Connect with us

Chandigarh

ਵਿਜੀਲੈਂਸ ਬਿਊਰੋ ਵੱਲੋਂ ਅਮਰੂਦ ਬਾਗ ਘੁਟਾਲਾ ਮਾਮਲੇ ਵਿੱਚ ਧੋਖਾਧੜੀ ਨਾਲ 12 ਕਰੋੜ ਰੁਪਏ ਮੁਆਵਜ਼ਾ ਲੈਣ ਵਾਲਾ ਭਗੌੜਾ ਮੁਲਜ਼ਮ ਕਾਬੂ

Published

on

 

ਚੰਡੀਗੜ੍ਹ, 12 ਫਰਵਰੀ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਨੇ ਸਾਲ 2016-17 ਵਿੱਚ ਪਿੰਡ ਬਾਕਰਪੁਰ (ਜਿਲ੍ਹਾ ਐਸ.ਏ.ਐਸ. ਨਗਰ) ਵਿੱਚ ਹੋਏ ਅਮਰੂਦ ਬਾਗ ਘੁਟਾਲੇ ਦੇ ਸਹਿ ਮੁਲਜ਼ਮ ਚੰਡੀਗੜ੍ਹ ਵਾਸੀ ਸੁਖਦੇਵ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਸ ਨੇ ਸਰਕਾਰੀ ਮੁਲਾਜ਼ਮਾਂ ਅਤੇ ਹੋਰਨਾਂ ਨਾਲ ਮਿਲੀਭੁਗਤ ਕਰਕੇ ਧੋਖਾਧੜੀ ਰਾਹੀਂ ਆਪਣੇ ਅਤੇ ਆਪਣੀ ਪਤਨੀ ਦੇ ਖਾਤਿਆਂ ਵਿੱਚ ਲਗਭਗ 12 ਕਰੋੜ ਰੁਪਏ ਦਾ ਮੁਆਵਜ਼ਾ ਪ੍ਰਾਪਤ ਕੀਤਾ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸੁਖਦੇਵ ਸਿੰਘ ਨੇ ਧੋਖਾਧੜੀ, ਜਾਅਲਸਾਜ਼ੀ ਅਤੇ ਸਰਕਾਰੀ ਰਿਕਾਰਡ ਨਾਲ ਛੇੜਖਾਨੀ ਕਰਕੇ ਇਸ ਅਪਰਾਧਿਕ ਸਾਜ਼ਿਸ਼ ਵਿੱਚ ਵਿਸ਼ੇਸ਼ ਭੂਮਿਕਾ ਨਿਭਾਈ ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਕਰੋੜਾਂ ਦਾ ਨੁਕਸਾਨ ਪਹੁੰਚਿਆ ਅਤੇ ਮੁਲਜ਼ਮਾਂ ਨੇ ਰਿਸ਼ਵਤ ਰਾਹੀਂ ਗੈਰਕਾਨੂੰਨੀ ਵਿੱਤੀ ਲਾਭ ਵੀ ਹਾਸਲ ਕੀਤਾ।

ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਕੀਤੀ ਵਿਜੀਲੈਂਸ ਬਿਓਰੋ ਵੱਲੋਂ ਜਾਂਚ ਤੋਂ ਪਤਾ ਲੱਗਾ ਕਿ ਐਸ. ਏ. ਐਸ. ਨਗਰ ਵਿੱਚ ਏਅਰੋਟ੍ਰੋਪੋਲਿਸ ਪ੍ਰੋਜੈਕਟ ਲਈ ਜ਼ਮੀਨ ਪ੍ਰਾਪਤੀ ਸਬੰਧੀ ਪ੍ਰਕਿਰਿਆ ਦੌਰਾਨ ਫਰਜੀ ਅਮਰੂਦਾਂ ਦੇ ਬਾਗ ਹੋਣ ਬਦਲੇ ਗੈਰਕਾਨੂੰਨੀ ਵੱਧ ਮੁਆਵਜ਼ੇ ਦਾ ਦਾਅਵਾ ਕਰਨ ਦੇ ਇਰਾਦੇ ਨਾਲ ਮੁਲਜ਼ਮ ਸੁਖਦੇਵ ਸਿੰਘ ਨੇ ਪਿੰਡ ਬਾਕਰਪੁਰ ਵਿਖੇ 3 ਕਨਾਲ 16 ਮਰਲੇ ਜ਼ਮੀਨ ਖਰੀਦੀ ਸੀ। ਉਪਰੰਤ ਉਸਨੇ ਬਾਕਰਪੁਰ ਦੇ ਵਸਨੀਕ ਮੁੱਖ ਮੁਲਜ਼ਮ ਭੁਪਿੰਦਰ ਸਿੰਘ ਨਾਲ ਮਿਲ ਕੇ ਇਸ ਪਿੰਡ ਦੀ ਅਕਵਾਇਰ ਕੀਤੀ ਜਾਣ ਵਾਲੀ ਜ਼ਮੀਨ ਤੇ ਅਮਰੂਦ ਦੇ ਬਾਗ ਪੁਰਾਣੇ ਮੌਜੂਦ ਹੋਣ ਨੂੰ ਸਾਬਤ ਕਰਨ ਦੀ ਸਾਜ਼ਿਸ਼ ਰਚੀ। ਉਸਨੇ ਧੋਖਾਧੜੀ ਨਾਲ ਬੂਟਿਆਂ ਦਾ ਮੁਲਾਂਕਣ ਕਰਨ ਮੌਕੇ ਤਿੰਨ ਸਾਲ ਤੋਂ ਪੁਰਾਣੇ ਹੋਣ ਅਤੇ ਉਹਨਾਂ ਬੂਟਿਆਂ ਨੂੰ ਫ਼ਲ ਦੇਣ ਵਾਲੇ ਰੁੱਖਾਂ ਦੀ ਸ਼੍ਰੇਣੀ ਅਧੀਨ ਮੁਆਵਜ਼ੇ ਲਈ ਯੋਗ ਦਰਸਾਉਣ ਵਾਸਤੇ ਸਬੰਧਤ ਬਾਗਬਾਨੀ ਵਿਕਾਸ ਅਧਿਕਾਰੀ ਨਾਲ ਮਿਲੀਭੁਗਤ ਵੀ ਕੀਤੀ।

ਬੁਲਾਰੇ ਨੇ ਦੱਸਿਆ ਕਿ ਸੁਖਦੇਵ ਸਿੰਘ ਅਤੇ ਭੁਪਿੰਦਰ ਸਿੰਘ ਦਰਮਿਆਨ ਇੱਕ ਸਮਝੌਤਾ ਸੀ ਜਿਸ ਤਹਿਤ ਸੁਖਦੇਵ ਸਿੰਘ ਮੁਲਾਜ਼ਮਾਂ ਨੂੰ ਰਿਸ਼ਵਤ ਦੇਣ ਸਹਿਤ ਸਾਰੇ ਖਰਚੇ ਸਹਿਣ ਕਰੇਗਾ ਜਦੋਂ ਕਿ ਭੁਪਿੰਦਰ ਸਿੰਘ ਰਿਸ਼ਵਤ ਅਤੇ ਆਪਣੇ ਰੁਤਬੇ ਜ਼ਰੀਏ ਭੂਮੀ ਪ੍ਰਾਪਤੀ ਕੁਲੈਕਟਰ (ਐਲ.ਏ.ਸੀ.), ਗ੍ਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਤੋਂ ਧੋਖਾਧੜੀ ਨਾਲ ਪ੍ਰਾਪਤ ਮੁਆਵਜ਼ੇ ਦੀ ਰਕਮ ਦਾ ਦੋ-ਤਿਹਾਈ ਹਿੱਸਾ ਆਪਣੇ ਕੋਲ ਰੱਖੇਗਾ।

ਉਹਨਾਂ ਦੱਸਿਆ ਕਿ ਪਿੰਡ ਬਾਕਰਪੁਰ ਦੇ ਅਸਲ ਖਸਰਾ ਗਿਰਦਾਵਰੀ ਮਾਲ ਰਜਿਸਟਰ (2016-2021) ਨੂੰ ਨਸ਼ਟ ਕਰ ਦਿੱਤਾ ਗਿਆ ਤਾਂ ਜੋ ਇਸ ਧੋਖਾਧੜੀ ਦਾ ਪਤਾ ਨਾ ਲਗਾਇਆ ਜਾ ਸਕੇ ਅਤੇ 2019 ਵਿੱਚ ਇੱਕ ਨਵਾਂ ਜਾਅਲੀ ਖਸਰਾ ਗਿਰਦਾਵਰੀ ਰਜਿਸਟਰ ਤਿਆਰ ਕੀਤਾ ਗਿਆ। ਭੁਪਿੰਦਰ ਸਿੰਘ ਮਾਲ ਪਟਵਾਰੀ ਬਚਿੱਤਰ ਸਿੰਘ ਨਾਲ ਮਿਲ ਕੇ ਪੱਕੇ ਅਮਰੂਦਾਂ ਦੇ ਬਾਗ ਮੌਜੂਦ ਹੋਣ ਨੂੰ ਸਹੀ ਦਰਸਾਉਣ ਲਈ ਜ਼ਮੀਨੀ ਰਿਕਾਰਡ ਵਿੱਚ ਹੇਰਾਫੇਰੀ ਕਰਨ ਵਿੱਚ ਕਾਮਯਾਬ ਰਿਹਾ। ਇਸ ਤੋਂ ਬਾਅਦ ਸੁਖਦੇਵ ਸਿੰਘ ਅਤੇ ਉਸਦੀ ਪਤਨੀ ਹਰਬਿੰਦਰ ਕੌਰ ਨੇ ਧੋਖਾਧੜੀ ਨਾਲ ਗਮਾਡਾ ਤੋਂ ਕ੍ਰਮਵਾਰ 2,40,96,442 ਰੁਪਏ ਅਤੇ 9,57,86,642 ਰੁਪਏ ਪ੍ਰਾਪਤ ਕੀਤੇ।

ਬੁਲਾਰੇ ਨੇ ਦੱਸਿਆ ਕਿ ਗੈਰਕਾਨੂੰਨੀ ਢੰਗ ਨਾਲ ਪ੍ਰਾਪਤ ਮੁਆਵਜ਼ੇ ਵਿੱਚੋਂ ਭੁਪਿੰਦਰ ਸਿੰਘ ਦੇ ਹਿੱਸੇ ਨੂੰ ਤਬਦੀਲ ਕਰਨ ਵਾਸਤੇ ਸੁਖਦੇਵ ਸਿੰਘ ਨੇ ਸਾਲ 2022 ਵਿੱਚ ਪਿੰਡ ਚੱਪੜਚਿੜੀ ਜਿਲ੍ਹਾ ਮੁਹਾਲੀ ਵਿਖੇ ਲਗਭਗ 6 ਵਿੱਘੇ ਜ਼ਮੀਨ ਭੁਪਿੰਦਰ ਸਿੰਘ ਨੂੰ ਘੱਟ ਮੁੱਲ ਤੇ ਵੇਚ ਦਿੱਤੀ। ਇਸੇ ਤਰ੍ਹਾਂ ਪਿੰਡ ਕੈਲੋਂ, ਮੁਹਾਲੀ ਵਿੱਚ ਉਸਦੀ ਪਤਨੀ ਹਰਬਿੰਦਰ ਕੌਰ ਦੀ ਮਲਕੀਅਤ ਵਾਲੀ 32 ਕਨਾਲ ਜ਼ਮੀਨ ਵੀ ਭੁਪਿੰਦਰ ਸਿੰਘ ਨੂੰ ਘੱਟ ਮੁੱਲ ਤੇ ਵੇਚ ਦਿੱਤੀ ਗਈ।

ਬੁਲਾਰੇ ਨੇ ਦੱਸਿਆ ਕਿ ਸੁਖਦੇਵ ਸਿੰਘ ਵਾਰਵਾਰ ਸੰਮਨ ਜਾਰੀ ਕਰਨ ਦੇ ਬਾਵਜੂਦ ਕਾਨੂੰਨੀ ਕਾਰਵਾਈਆਂ ਤੋਂ ਬਚ ਰਿਹਾ ਸੀ ਅਤੇ ਜਾਂਚ ਦੌਰਾਨ ਸਹਿਯੋਗ ਨਹੀਂ ਕਰ ਰਿਹਾ ਸੀ। ਹੋਰ ਲਾਭ ਪ੍ਰਾਪਤ ਕਰਨ ਵਾਲੇ ਸਹਿ ਮੁਲਜ਼ਮਾਂ ਵਾਂਗ ਉਸਨੇ ਧੋਖਾਧੜੀ ਨਾਲ ਪ੍ਰਾਪਤ ਕੀਤੀ ਮੁਆਵਜ਼ਾ ਰਕਮ ਸਵੈਇੱਛਾ ਨਾਲ ਖਜ਼ਾਨੇ ਵਿੱਚ ਜਮ੍ਹਾਂ ਨਹੀਂ ਕਰਵਾਈ ਅਤੇ ਅਦਾਲਤ ਤੋਂ ਅਗਾਊਂ ਜ਼ਮਾਨਤ ਵੀ ਨਹੀਂ ਲਈ ਸੀ।

ਬੁਲਾਰੇ ਨੇ ਦੱਸਿਆ ਕਿ ਲਾਭ ਪ੍ਰਾਪਤ ਕਰਨ ਵਾਲੇ ਸਹਿ-ਮੁਲਜ਼ਮਾਂ ਵੱਲੋਂ ਹੁਣ ਤੱਕ 86 ਕਰੋੜ ਰੁਪਏ ਜਮ੍ਹਾਂ ਕਰਵਾਏ ਜਾ ਚੁੱਕੇ ਹਨ ਅਤੇ 12 ਕਰੋੜ ਰੁਪਏ ਦੀ ਇਸ ਮੁਲਜਮ ਤੋਂ ਕੀਤੀ ਜਾਣ ਵਾਲੀ ਰਿਕਵਰੀ ਨਾਲ ਵਾਪਸ ਹੋਣ ਵਾਲੀ ਮੁਆਵਜ਼ੇ ਦੀ ਕੁੱਲ ਰਕਮ 100 ਕਰੋੜ ਰੁਪਏ ਹੋ ਜਾਵੇਗੀ। ਇਸ ਕੇਸ ਵਿੱਚ ਹੁਣ ਤੱਕ ਕੁੱਲ 7 ਸਰਕਾਰੀ ਮੁਲਾਜ਼ਮ ਅਤੇ 16 ਆਮ ਵਿਅਕਤੀ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

Continue Reading

Chandigarh

ਈ ਡੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਰੀਬੀ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ

Published

on

By

ਪੰਜ ਕਰੋੜ ਰੁਪਏ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਹੋਈ ਕਾਰਵਾਈ

ਚੰਡੀਗੜ੍ਹ, 17 ਅਕਤੂਬਰ (ਸ.ਬ.) ਪੰਜਾਬ ਵਿੱਚ ਤਬਾਦਲਿਆਂ ਨਾਲ ਸਬੰਧਤ 5 ਕਰੋੜ ਰੁਪਏ ਦੀ ਕਥਿਤ ਰਿਸ਼ਵਤ ਦੇ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਅਮਰਦੀਪ ਗਰੇਵਾਲ ਨੂੰ ਕੈਨੇਡਾ ਤੋਂ ਭਾਰਤ ਪਰਤਣ ਮਗਰੋਂ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ। ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਰੀਬੀ ਦੱਸਿਆ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਅਮਰਦੀਪ ਸਿੰਘ ਗਰੇਵਾਲ ਪੰਜਾਬੀ ਫ਼ਿਲਮ ਜਗਤ ਦੀ ਇੱਕ ਜਾਣੀ-ਪਛਾਣੀ ਹਸਤੀ ਹੈ ਅਤੇ ਉਹ ‘ਮੈਸਰਜ਼ ਈਸਟ ਸਨਸ਼ਾਈਨ ਪ੍ਰੋਡਕਸ਼ਨ ਪ੍ਰਾਈਵੇਟ ਲਿਮਟਿਡ’ ਨਾਲ ਜੁੜਿਆ ਹੋਇਆ ਹੈ। ਅਮਰਦੀਪ ਸਿੰਘ ਗਰੇਵਾਲ ਦੇ ਵਿਦੇਸ਼ਾਂ ਵਿੱਚ ਫ਼ਿਲਮ ਨਿਰਮਾਣ ਅਤੇ ਰਿਲੀਜ਼ ਨਾਲ ਸਬੰਧਿਤ ਕਾਰੋਬਾਰੀ ਸੰਪਰਕ ਹਨ ਅਤੇ ਉਹ ਕਈ ਪੰਜਾਬੀ ਫ਼ਿਲਮਾਂ ਨਾਲ ਜੁੜੇ ਰਹੇ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਮਾਮਲੇ ਵਿੱਚ ਗਰੇਵਾਲ ਨੂੰ ਤਲਬ ਕੀਤਾ ਗਿਆ ਹੈ, ਉਸ ਵਿੱਚ ਮੁੱਖ ਮੰਤਰੀ ਦੀ ਪਤਨੀ ਦਾ ਨਾਂ ਵੀ ਸਾਹਮਣੇ ਆਇਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਈ ਡੀ ਨੇ ਗਰੇਵਾਲ ਨੂੰ ਮਾਮਲੇ ਵਿੱਚ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ ਅਤੇ ਉਨ੍ਹਾਂ ਨੂੰ ਜਾਂਚ ਏਜੰਸੀ ਦੇ ਦਫ਼ਤਰ ਲਿਜਾਇਆ ਗਿਆ ਹੈ। ਈ ਡੀ ਵਲੋਂ ਦਾਅਵਾ ਕੀਤਾ ਗਿਆ ਹੈ ਕਿ ਅਮਰਦੀਪ ਸਿੰਘ ਗਰੇਵਾਲ ਦੇ ਖਿਲਾਫ ਪਹਿਲਾਂ ਹੀ ਲੁੱਕ-ਆਊਟ ਸਰਕੂਲਰ ਜਾਰੀ ਕੀਤਾ ਹੋਇਆ ਸੀ ਜਿਸ ਕਾਰਨ ਭਾਰਤ ਪਰਤਣ ਸਮੇਂ ਉਨ੍ਹਾਂ ਨੂੰ ਰੋਕਿਆ ਗਿਆ।

ਇਹ ਮਾਮਲਾ ਪੰਜਾਬ ਵਿੱਚ ਤਬਾਦਲਿਆਂ ਨਾਲ ਜੁੜੀ ਕਥਿਤ 5 ਕਰੋੜ ਰੁਪਏ ਦੀ ਰਿਸ਼ਵਤ ਦੇ ਦੋਸ਼ਾਂ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਈਡੀ ਵੱਲੋਂ ਇਸ ਮਾਮਲੇ ਵਿੱਚ ਜਾਂਚ ਕੀਤੀ ਜਾ ਰਹੀ ਹੈ। ਗਰੇਵਾਲ ਨੂੰ ਪਹਿਲਾਂ ਵੀ ਜਾਂਚ ਵਿੱਚ ਸ਼ਾਮਲ ਹੋਣ ਲਈ ਸੰਮਨ ਭੇਜੇ ਜਾਣ ਦੀ ਗੱਲ ਸਾਹਮਣੇ ਆਈ ਸੀ।

Continue Reading

Chandigarh

ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

Published

on

By

ਚੰਡੀਗੜ੍ਹ, 17 ਅਕਤੂਬਰ (ਸ.ਬ.) ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, 37- ਡੀ, ਚੰਡੀਗੜ੍ਹ ਵਿੱਚ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਵਿਦਿਆਰਥੀਆਂ ਨੂੰ ਸਾਈਬਰ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।

ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਇੰਟਰਨੈਟ ਦੀ ਸੁਰੱਖਿਅਤ ਵਰਤੋਂ, ਆਨਲਾਈਨ ਧੋਖਾਧੜੀ ਤੋਂ ਬਚਾਅ ਅਤੇ ਆਪਣੀ ਨਿੱਜੀ ਜਾਣਕਾਰੀ ਦੀ ਸੁਰੱਖਿਆ ਬਾਰੇ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਅੱਜ ਦੇ ਡਿਜੀਟਲ ਯੁੱਗ ਵਿੱਚ ਸਾਈਬਰ ਸੁਰੱਖਿਆ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੂੰ ਮਜ਼ਬੂਤ ਪਾਸਵਰਡ ਬਣਾਉਣ, ਓਟੀਪੀ ਕਿਸੇ ਨਾਲ ਸਾਂਝਾ ਨਾ ਕਰਨ, ਸ਼ੱਕੀ ਲਿੰਕਾਂ ਤੇ ਕਲਿੱਕ ਨਾ ਕਰਨ ਅਤੇ ਸੋਸ਼ਲ ਮੀਡੀਆ ਦੀ ਵਰਤੋਂ ਸਾਵਧਾਨੀ ਨਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ, ਸਾਈਬਰ ਧੱਕੇਸ਼ਾਹੀ, ਫਰਜ਼ੀ ਖਾਤਿਆਂ ਅਤੇ ਆਨਲਾਈਨ ਠੱਗੀ ਤੋਂ ਬਚਣ ਦੇ ਤਰੀਕਿਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ।

Continue Reading

Chandigarh

ਮੁੱਖ ਮੰਤਰੀ ਦੇ ਓ ਐਸ ਡੀ ਰਾਜਬੀਰ ਘੁੰਮਣ ਸੀ ਬੀ ਆਈ ਅੱਗੇ ਪੇਸ਼

Published

on

By

ਚੰਡੀਗੜ੍ਹ, 16 ਅਕਤੂਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਅੱਜ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਹ ਆਪਣੇ ਵਕੀਲ ਜੀ ਪੀ ਐਸ ਘੁੰਮਣ ਨਾਲ ਸੀ ਬੀ ਆਈ ਦਫ਼ਤਰ ਪਹੁੰਚੇ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਪੁੱਛਗਿੱਛ ਵਿੱਚ ਸ਼ਾਮਲ ਹੋਣ ਲਈ ਕਿਹਾ ਸੀ।

ਸੀ ਬੀ ਆਈ ਵੱਲੋਂ ਬੀਤੇ ਦਿਨ ਰਾਜਬੀਰ ਘੁੰਮਣ ਨੂੰ ਵਟਸਐਪ ਜ਼ਰੀਏ ਨੋਟਿਸ ਭੇੇਜਿਆ ਸੀ, ਜਿਸਦੀ ਪਾਲਣਾ ਕਰਦੇ ਹੋਏ ਉਹ ਆਪਣੇ ਵਕੀਲਾਂ ਸਣੇ ਅੱਜ ਢਾਈ ਵਜੇ ਪੇਸ਼ ਹੋਏ। ਇਸ ਮੌਕੇ ਉਨ੍ਹਾਂ ਦੇ ਵਕੀਲਾਂ ਨੇ ਕਿਹਾ ਕਿ ਮਾਨਯੋਗ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅੱਜ ਉਹ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸੀ ਬੀ ਆਈ ਵੱਲੋਂ ਇਸ ਮਾਮਲੇ ਨਾਲ ਸਬੰਧਤ ਜਿਨ੍ਹਾਂ ਹੋਰ ਵਿਅਕਤੀਆਂ ਨੂੰ ਨੋਟਿਸ ਜਾਰੀ ਕੀਤੇ ਜਾ ਰਹੇ ਹਨ, ਉਨ੍ਹਾਂ ਵੱਲੋਂ ਵੀ ਇਸੇ ਤਰ੍ਹਾਂ ਹੁਕਮਾਂ ਦੀ ਪਾਲਣਾ ਕੀਤੀ ਜਾਵੇਗੀ।

ਇਸ ਤੋਂ ਪਹਿਲਾਂ ਸੀ ਬੀ ਆਈ ਵੱਲੋਂ ਉਨ੍ਹਾਂ ਨੂੰ ਦੋ ਵਾਰ ਸੰਮਨ ਭੇਜੇ ਗਏ ਸਨ, ਪਰ ਉਹ ਪੇਸ਼ ਨਹੀਂ ਹੋਏ ਸਨ। ਸੁਪਰੀਮ ਕੋਰਟ ਨੇ ਪਹਿਲਾਂ ਹੀ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਖ਼ਿਲਾਫ਼ ਦਰਜ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸੀ ਬੀ ਆਈ ਨੂੰ ਕੋਈ ਵੀ ਸਖ਼ਤ ਕਾਰਵਾਈ ਕਰਨ ਤੋਂ ਰੋਕ ਦਿੱਤਾ ਹੈ। ਅਦਾਲਤ ਨੇ ਮਾਮਲੇ ਦੀ ਜਾਂਚ ਅਤੇ ਦਰਜ ਐਫ ਆਈ ਆਰ ਤੇ ਰੋਕ ਲਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 5 ਅਕਤੂਬਰ ਨੂੰ ਇਸ ਭ੍ਰਿਸ਼ਟਾਚਾਰ ਮਾਮਲੇ ਦੀ ਸੀ ਬੀ ਆਈ ਜਾਂਚ ਦੇ ਹੁਕਮ ਦਿੱਤੇ ਸਨ ਅਤੇ ਦੋ ਮਹੀਨਿਆਂ ਵਿੱਚ ਰਿਪੋਰਟ ਮੰਗੀ ਸੀ। ਇਸ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਨੇ 6 ਅਕਤੂਬਰ ਨੂੰ ਹੀ ਸੁਪਰੀਮ ਕੋਰਟ ਵਿੱਚ ਸਪੈਸ਼ਲ ਲੀਵ ਪਟੀਸ਼ਨ (ਐਸਐਲਪੀ) ਦਾਇਰ ਕਰ ਦਿੱਤੀ ਸੀ।

ਇੱਥੇ ਜਿਕਰਯੋਗ ਹੈ ਕਿ ਹਾਈ ਕੋਰਟ ਦੇ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਨੇ 5 ਅਕਤੂਬਰ ਨੂੰ ਜਾਂਚ ਸੀ ਬੀ ਆਈ ਦੇ ਹਵਾਲੇ ਕਰਦਿਆਂ ਪੰਜਾਬ ਪੁਲਿਸ ਨੂੰ ਸੀ ਬੀ ਆਈ ਨਾਲ ਸਹਿਯੋਗ ਕਰਨ ਲਈ ਕਿਹਾ ਸੀ। ਸੀ ਬੀ ਆਈ ਨੇ 5 ਅਕਤੂਬਰ ਦੀ ਰਾਤ ਨੂੰ ਹੀ ਰਾਜਬੀਰ ਘੁੰਮਣ ਸਮੇਤ ਅੱਧੀ ਦਰਜਨ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਸੀ। ਇਸ ਮਾਮਲੇ ਵਿੱਚ ਤਬਾਦਲਿਆਂ, ਤਾਇਨਾਤੀਆਂ ਅਤੇ ਟੈਂਡਰਾਂ ਵਿੱਚ ਗੜਬੜ ਦੇ ਗੰਭੀਰ ਦੋਸ਼ ਲੱਗੇ ਹਨ।

Continue Reading

Latest News

Trending