Editorial
ਮਾਰਕੀਟਾਂ ਦੀਆਂ ਪਾਰਕਿੰਗਾਂ ਦੀ ਹਾਲਤ ਸੁਧਾਰਨ ਲਈ ਲੋੜੀਂਦੇ ਕਦਮ ਚੁੱਕੇ ਪ੍ਰਸ਼ਾਸਨ
ਪੰਜਾਬ ਸਰਕਾਰ ਦੇ ਦਾਅਵਿਆਂ ਵਿੱਚ ਭਾਵੇਂ ਸਾਡੇ ਸ਼ਹਿਰ ਨੂੰ ਭਾਵੇਂ ਅੰਤਰਰਾਸ਼ਟਰੀ ਪੱਧਰ ਦੇ ਇੱਕ ਅਜਿਹੇ ਅਤਿ ਆਧੁਨਿਕ ਸ਼ਹਿਰ ਦਾ ਦਰਜਾ ਹਾਸਿਲ ਹੈ ਜਿੱਥੇ ਵਸਨੀਕਾਂ ਨੂੰ ਵਿਸ਼ਵਪੱਧਰੀ ਸੁਵਿਧਾਵਾਂ ਹਾਸਿਲ ਹਨ, ਪਰੰਤੂ ਸਾਡੇ ਸ਼ਹਿਰ ਦੀਆਂ ਮਾਰਕੀਟਾਂ ਵਿਚਲੀਆਂ ਪਾਰਕਿੰਗਾਂ ਦੀ ਬਦਹਾਲੀ, ਸਰਕਾਰ ਦੇ ਇਹਨਾਂ ਦਾਅਵਿਆਂ ਦਾ ਮਜਾਕ ਉੜਾਉਂਦੀ ਦਿਖਦੀ ਹੈ। ਮੌਜੂਦਾ ਹਾਲਾਤ ਇਹ ਹਨ ਕਿ ਸ਼ਹਿਰ ਦੀਆਂ ਜਿਆਦਾਤਰ ਮਾਰਕੀਟਾਂ ਦੀਆਂ ਪਾਰਕਿੰਗਾਂ ਵਿੱਚ ਵਾਹਨ ਖੜੇ ਕਰਨ ਵਾਸਤੇ ਲੋੜੀਂਦੇ ਪ੍ਰਬੰਧਾਂ ਦੀ ਘਾਟ ਕਾਰਨ ਮਾਰਕੀਟਾਂ ਵਿੱਚ ਖਰੀਦਦਾਰੀ ਕਰਨ ਜਾਂ ਕਿਸੇ ਹੋਰ ਕੰਮ ਲਈ ਆਉਣ ਵਾਲੇ ਲੋਕਾਂ ਨੂੰ ਅਕਸਰ ਭਾਰੀ ਪਰੇਸ਼ਾਨੀ ਸਹਿਣੀ ਪੈਂਦੀ ਹੈ ਅਤੇ ਲੋਕ ਪ੍ਰਸ਼ਾਸ਼ਨ ਦੀ ਕਾਰਗੁਜਾਰੀ ਤੇ ਸਵਾਲ ਚੁੱਕਦੇ ਦਿਖਦੇ ਹਨ।
ਮੌਜੂਦਾ ਹਾਲਾਤ ਇਹ ਹਨ ਕਿ ਸਾਡੇ ਸ਼ਹਿਰ ਦੀਆਂ ਲਗਭਗ ਸਾਰੀਆਂ ਹੀ ਮਾਰਕੀਟਾਂ ਦੀਆਂ ਪਾਰਕਿੰਗਾਂ ਦੀ ਹਾਲਤ ਖਰਾਬ ਹੈ ਅਤੇ ਇਹਨਾਂ ਵਿੱਚ ਵਾਹਨਾਂ ਨੂੰ ਖੜ੍ਹਾ ਕਰਨ ਲਈ ਲੋੜੀਂਦੇ ਪ੍ਰਬੰਧ ਨਾ ਹੋਣ ਕਰਨ ਵਾਹਨ ਚਾਲਕਾਂ ਵਲੋਂ ਮਨਮਰਜੀ ਨਾਲ ਆਪਣੇ ਵਾਹਨ ਖੜ੍ਹੇ ਕਰ ਦਿੱਤੇ ਜਾਂਦੇ ਹਨ ਜਿਸ ਕਾਰਨ ਮਾਰਕੀਟਾਂ ਦੀਆਂ ਪਾਰਕਿੰਗਾਂ ਵਿੱਚ ਵਾਹਨਾਂ ਦਾ ਘੜਮੱਸ ਜਿਹਾ ਪਿਆ ਰਹਿੰਦਾ ਹੈ। ਇਸ ਦੌਰਾਨ ਲੋਕਾਂ ਵਲੋਂ ਆਪਣੇ ਵਾਹਨ ਬੇਤਰਤੀਬ ਢੰਗ ਨਾਲ ਖੜ੍ਹਾ ਦਿੱਤੇ ਜਾਂਦੇ ਹਨ ਅਤੇ ਇਸ ਕਾਰਨ ਹੋਰਨਾਂ ਵਾਹਨ ਚਾਲਕਾਂ ਨੂੰ ਪਾਰਕਿੰਗ ਵਿਚ ਆਪਣੇ ਵਾਹਨ ਖੜੇ ਕਰਨ ਵਿਚ ਵੱਡੀ ਸਮੱਸਿਆ ਪੇਸ਼ ਆਉਂਦੀ ਹੈ।
ਅਜਿਹਾ ਆਮ ਵੇਖਣ ਵਿੱਚ ਆਉਂਦਾ ਹੈ ਕਿ ਮਾਰਕੀਟਾਂ ਵਿੱਚ ਪਹੁੰਚਣ ਵਾਲੇ ਵਾਹਨ ਚਾਲਕਾਂ ਦਾ ਜਿੱਥੇ ਦਿਲ ਕਰਦਾ ਹੈ ਉਹ ਆਪਣਾ ਵਾਹਨ ਖੜ੍ਹਾ ਕਰ ਦਿੰਦੇ ਹਨ। ਅਜਿਹੇ ਲੋਕਾਂ ਦੀ ਗਿਣਤੀ ਵੀ ਕਾਫੀ ਹੈ ਜਿਹੜੇ ਪਾਰਕਿੰਗ ਵਿੱਚ ਥਾਂ ਨਾ ਮਿਲਣ ਤੇ ਕਿਸੇ ਹੋਰ ਵਾਹਨ ਦੇ ਪਿੱਛੇ ਆਪਣਾ ਵਾਹਨ ਖੜ੍ਹਾ ਕਰਕੇ ਆਪਣੇ ਕੰਮ ਤੇ ਚਲੇ ਜਾਂਦੇ ਹਨ। ਬਾਅਦ ਵਿੱਚ ਜਦੋਂ ਪਹਿਲਾਂ ਤੋਂ ਖੜ੍ਹੇ ਵਾਹਨ ਦਾ ਚਾਲਕ ਵਾਪਸ ਜਾਣ ਲਈ ਆਪਣੀ ਗੱਡੀ ਤਕ ਪਹੁੰਚਦਾ ਹੈ ਤਾਂ ਉਸਨੂੰ ਆਪਣਾ ਵਾਹਨ ਬਾਹਰ ਕੱਢਣ ਲਈ ਥਾਂ ਨਹੀਂ ਮਿਲਦੀ ਅਤੇ ਉਸਨੂੰ ਪਰੇਸ਼ਾਨ ਹੋਣਾ ਪੈਂਦਾ ਹੈ। ਇਸ ਤਰੀਕੇ ਨਾਲ ਕੀਤੀ ਜਾਂਦੀ ਬੇਤਰਤੀਬ ਪਾਰਕਿੰਗ ਕਾਰਨ ਕਈ ਵਾਰ ਵਾਹਨ ਚਾਲਕਾਂ ਵਿਚਾਲੇ ਝਗੜੇ ਦੀ ਨੌਬਤ ਤਕ ਆ ਜਾਂਦੀ ਹੈ।
ਇਹਨਾਂ ਪਾਰਕਿੰਗਾਂ ਦੇ ਰੱਖ ਰਖਾਓ ਦੀ ਜਿੰਮੇਵਾਰੀ ਨਗਰ ਨਿਗਮ ਦੇ ਅਧੀਨ ਹੈ ਪਰੰਤੂ ਜੇਕਰ ਨਗਰ ਨਿਗਮ ਦੀ ਕਾਰਗੁਜਾਰੀ ਦੀ ਗੱਲ ਕੀਤੀ ਜਾਵੇ ਤਾਂ ਨਗਰ ਨਿਗਮ ਵਲੋਂ ਸ਼ਹਿਰ ਦੀਆਂ ਮਾਰਕੀਟਾਂ ਵਿਚਲੀਆਂ ਪਾਰਕਿੰਗਾਂ ਵਿੱਚ ਲੋੜੀਂਦੀਆਂ ਸਹੂਲਤਾਂ ਦੇਣ ਦੇ ਨਾਮ ਤੇ ਸਿਰਫ ਖਾਨਾਪੂਰਤੀ ਕੀਤੀ ਜਾਂਦੀ ਹੈ। ਸ਼ਹਿਰ ਦੀਆਂ ਜਿਆਦਾਤਰ ਮਾਰਕੀਟਾਂ ਦੀਆਂ ਪਾਰਕਿੰਗਾਂ ਮਾੜੀ ਹਾਲਤ ਵਿੱਚ ਹਨ ਅਤੇ ਉਹਨਾਂ ਵਿੱਚ ਖੱਡੇ ਪਏ ਹੋਏ ਹਨ। ਥੋੜ੍ਹੀ ਜਿਹੀ ਬਰਸਾਤ ਹੋਣ ਤੇ ਇਹਨਾਂ ਖੱਡਿਆਂ ਵਿੱਚ ਪਾਣੀ ਖੜ੍ਹਾ ਹੋ ਜਾਂਦਾ ਹੈ ਅਤੇ ਜਦੋਂ ਗੱਡੀਆਂ ਲੰਘਦੀਆਂ ਹਨ ਤਾਂ ਇਸ ਗੰਦੇ ਪਾਣੀ ਦੇ ਛਿੱਟੇ ਉੱਛ ਉੱਛਲ ਕੇ ਆਉਂਦੇ ਜਾਂਦੇ ਲੋਕਾਂ ਤੇ ਪੈਂਦੇ ਰਹਿੰਦੇ ਹਨ।
ਸ਼ਹਿਰ ਦੀਆਂ ਜਿਆਦਾਤਰ ਮਾਰਕੀਟਾਂ ਦੀਆਂ ਪਾਰਕਿੰਗਾਂ ਵਿੱਚ ਵਾਹਨ ਖੜੇ ਕਰਨ ਲਈ ਲਾਈਨਾਂ ਵੀ ਨਹੀਂ ਲੱਗੀਆਂ ਅਤੇ ਨਾ ਹੀ ਇਹ ਜਾਣਕਾਰੀ ਦੇਣ ਲਈ ਕੋਈ ਬੋਰਡ ਜਾਂ ਨਿਸ਼ਾਨ ਲਗਾਏ ਗਏ ਹਨ ਜਿਸ ਨਾਲ ਇਹ ਪਤਾ ਚਲ ਸਕੇ ਕਿ ਦੋ ਪਹੀਆ ਅਤੇ ਤਿੰਨ ਪਹੀਆ ਵਾਹਨ ਕਿਹੜੇ ਪਾਸੇ ਖੜੇ ਕਰਨੇ ਹਨ ਅਤੇ ਚਾਰ ਪਹੀਆ ਵਾਹਨ ਕਿੱਥੇ ਖੜੇ ਕਰਨੇ ਹਨ। ਵਾਹਨਾਂ ਦੀ ਪਾਰਕਿੰਗ ਵਾਸਤੇ ਲਾਈਨਾਂ ਨਾ ਲੱਗੀਆਂ ਹੋਣ ਅਤੇ ਕੋਈ ਨਿਸ਼ਾਨ ਨਾ ਹੋਣ ਕਾਰਨ ਆਮ ਵਾਹਨ ਚਾਲਕ ਮਨ ਮਰਜੀ ਨਾਲ ਵਾਹਨ ਖੜੇ ਕਰ ਦਿੰਦੇ ਹਨ, ਜਿਸ ਕਾਰਨ ਇਹਨਾਂ ਪਾਰਕਿੰਗਾਂ ਵਿੱਚ ਅੱਗੇ ਪਿਛਲੇ ਖੜ੍ਹੇ ਵਾਹਨਾਂ ਕਾਰਨ ਹਾਲਾਤ ਬਹਾਲ ਰਹਿੰਦੇ ਹਨ।
ਇਸਤੋਂ ਇਲਾਵਾ ਮਾਰਕੀਟਾਂ ਦੀਆਂ ਪਾਰਕਿੰਗਾਂ ਵਿੱਚ ਰੇਹੜੀ ਫੜੀ ਵਾਲਿਆਂ ਵਲੋਂ ਨਾਜਾਇਜ ਕਬਜਾ ਕਰਕੇ ਖਾਣ ਪੀਣ ਦਾ ਸਾਮਾਨ ਵੇਚਣ ਦੀ ਕਾਰਵਾਈ ਵੀ ਪਾਰਕਿੰਗ ਵਿਵਸਥਾ ਵਿੱਚ ਵੱਡੀ ਰੁਕਾਵਟ ਬਣਦੀ ਹੈ। ਇਸ ਸੰਬੰਧੀ ਭਾਵੇਂ ਨਗਰ ਨਿਗਮ ਵਲੋਂ ਨਾਜਾਇਜ ਕਬਜਾ ਕਰਕੇ ਲਗਾਈਆਂ ਜਾਂਦੀਆਂ ਇਹਨਾਂ ਰੇਹੜੀਆਂ ਫੜੀਆਂ ਵਾਲਿਆਂ ਤੇ ਕਾਬੂ ਕਰਨ ਲਈ ਕਾਰਵਾਈ ਕਰਨ ਦੇ ਦਾਅਵੇ ਕੀਤੇ ਜਾਂਦੇ ਹਨ ਪਰੰਤੂ ਨਿਗਮ ਦੇ ਇਹ ਦਾਅਵੇ ਵੀ ਹਵਾ ਹਵਾਈ ਹੀ ਸਾਬਿਤ ਹੁੰਦੇ ਹਨ ਅਤੇ ਇਹਨਾਂ ਰੇਹੜੀਆਂ ਫੜੀਆਂ ਦੀ ਸਮੱਸਿਆ ਲਗਾਤਾਰ ਵੱਧਦੀ ਜਾ ਰਹੀ ਹੈ।
ਨਗਰ ਨਿਗਮ ਦੀ ਜਿੰਮੇਵਾਰੀ ਬਣਦੀ ਹੈ ਕਿ ਉਹ ਸ਼ਹਿਰ ਦੀਆਂ ਮਾਰਕੀਟਾਂ ਦੀਆਂ ਪਾਰਕਿੰਗਾਂ ਵਿਚ ਵਾਹਨ ਖੜੇ ਕਰਨ ਲਈ ਆ ਰਹੀਆਂ ਦਿਕਤਾਂ ਨੂੰ ਦੂਰ ਕਰਨ ਲਈ ਲੋੜੀਂਦੀ ਕਾਰਵਾਈ ਕਰੇ ਅਤੇ ਇਸ ਵਾਸਤੇ ਇਹਨਾਂ ਪਾਰਕਿੰਗਾਂ ਦੀ ਲੋੜੀਂਦੀ ਮੁਰਮੰਤ ਕਰਕੇ ਉੱਥੇ ਵਾਹਨ ਖੜ੍ਹਾਉਣ ਲਈ ਲਾਈਨਾਂ ਅਤੇ ਹੋਰ ਸਿਗਨਲ ਲਗਾਏ ਜਾਣ। ਇਸਦੇ ਨਾਲ ਨਾਲ ਮਾਰਕੀਟਾ ਦੀਆਂ ਪਾਰਿਕੰਗਾਂ ਵਿੱਚ ਰੇਹੜੀਆਂ ਫੜੀਆਂ ਲਗਾ ਕ ਨਾਜਾਇਜ਼ ਕਬਜੇ ਕਰਨ ਵਾਲਿਆਂ ਖਿਲਾਫ ਵੀ ਲਗਾਤਾਰ ਕਰਵਾਈ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਆਮ ਲੋਕਾਂਨੂੰਵਾਹਨ ਖੜ੍ਹਾਉਣ ਵਿੱਚ ਕੋਈ ਪਰੇਸ਼ਾਨੀ ਨਾ ਹੋਵੇ ਅਤੇ ਵਾਹਨ ਚਾਲਕਾਂ ਨੂੰ ਇਸ ਸੰਬੰਧੀ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਤੋਂ ਛੁਟਕਾਰਾ ਮਿਲੇ।
Editorial
ਭਾਰਤੀ ਸਿਆਸਤ ਦਾ ਅਹਿਮ ਅੰਗ ਬਣਦੀ ਜਾ ਰਹੀ ਹੈ ਮਜਮੇਬਾਜ਼ੀ
ਹਰ ਛੋਟੀ ਵੱਡੀ ਗੱਲ ਤੇ ਮਜਮੇ ਲਗਾਉਣ ਅਤੇ ਅਖਬਾਰਾਂ ਦੀਆਂ ਸੁਰਖੀਆਂ ਬਣਨ ਦਾ ਯਤਨ ਕਰਦੇ ਦਿਖਦੇ ਹਨ ਸਿਆਸੀ ਆਗੂ
ਭਾਰਤ ਦੀ ਕੇਂਦਰੀ ਸਿਆਸਤ ਅਤੇ ਰਾਜਾਂ ਦੀ ਰਾਜਨੀਤੀ ਵਿੱਚ ਪਿਛਲੇ ਕੁਝ ਸਮੇਂ ਤੋਂ ਮਜਮੇਬਾਜੀ ਭਾਰੂ ਹੁੰਦੀ ਜਾ ਰਹੀ ਹੈ ਅਤੇ ਜਿਆਦਾਤਰ ਸਿਆਸੀ ਆਗੂ ਮਜਮੇ ਲਗਾਉਣ ਅਤੇ ਅਖਬਾਰਾਂ ਦੀਆਂ ਸੁਰਖੀਆਂ ਬਣਨ ਦਾ ਯਤਨ ਕਰਦੇ ਦਿਖਦੇ ਹਨ।
ਬੀਤੇ ਦਿਨ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲਣ ਪਹੁੰਚੇ। ਉਹ ਮੁੱਖ ਮੰਤਰੀ ਦੀ ਕੋਠੀ ਦੇ ਪਿਛਲੇ ਪਾਸੇ ਚਲੇ ਗਏ ਅਤੇ ਕੋਠੀ ਅੰਦਰ ਜਾਣ ਦਾ ਯਤਨ ਕੀਤਾ, ਇਸ ਮੌਕੇ ਉਹਨਾਂ ਦੀ ਚੰਡੀਗੜ੍ਹ ਪੁਲੀਸ ਨਾਲ ਬਹਿਸ ਵੀ ਹੋਈ। ਇਸ ਦੌਰਾਨ ਬਿੱਟੂ ਦੇ ਸੁਰਖਿਆ ਮੁਲਾਜਮਾਂ ਅਤੇ ਚੰਡੀਗੜ੍ਹ ਪੁਲੀਸ ਦੇ ਮੁਲਾਜਮਾਂ ਵਿਚਾਲੇ ਧੱਕਾ ਮੁੱਕੀ ਵੀ ਹੋਈ। ਉਸ ਤੋਂ ਬਾਅਦ ਬਿੱਟੂ ਵਾਪਸ ਪਰਤ ਗਏ ਪਰ ਉਹ ਆਪਣੀ ਇਸ ਫੇਰੀ ਦੀ ਖਬਰ ਜਰੂਰ ਬਣਾਉਣ ਵਿੱਚ ਸਫਲ ਹੋ ਗਏ।
ਇਸ ਤੋਂ ਪਹਿਲਾਂ ਵੀ ਕਈ ਸਿਆਸੀ ਆਗੂ ਕਈ ਤਰ੍ਹਾਂ ਦੇ ਅਜੀਬੋ ਗਰੀਬ ਕੰਮ ਕਰਕੇ ਮਜਮਾ ਲਗਾਉਣ ਦਾ ਯਤਨ ਕਰਦੇ ਰਹਿੰਦੇ ਹਨ ਤਾਂ ਜੋ ਉਹ ਖਬਰਾਂ ਦੀਆਂ ਸੁਰਖੀਆਂ ਵਿੱਚ ਆ ਸਕਣ। ਅਸਲੀਅਤ ਇਹ ਵੀ ਹੈ ਕਿ ਕਈ ਸਿਆਸੀ ਆਗੂਆਂ ਦੇ ਕੁਝ ਚਹੇਤੇ ਪੱਤਰਕਾਰ ਵੀ ਹੁੰਦੇ ਹਨ, ਜਿਹਨਾਂ ਨੂੰ ਉਹ ਤੁਰੰਤ ਹਰ ਥਾਂ ਬੁਲਾ ਲੈਂਦੇ ਹਨ ਅਤੇ ਇਹ ਪੱਤਰਕਾਰ ਵੀ ਆਪਣੀ ਵਫਦਾਰੀ ਨਿਭਾਉਂਦਿਆਂ ਉਹਨਾਂ ਦੀਆਂ ਖਬਰਾਂ ਬਣਾ ਦਿੰਦੇ ਹਨ।
ਕਈ ਵਾਰ ਕੋਈ ਸਿਆਸੀ ਆਗੂ ਕਿਸੇ ਸ਼ਹਿਰ ਦੇ ਬੱਸ ਅੱਡੇ ਤੇ ਪਹੁੰਚ ਜਾਂਦਾ ਹੈ ਅਤੇ ਮੀਡੀਆ ਦੀ ਹਾਜਰੀ ਵਿੱਚ ਲੋਕਾਂ ਤੋਂ ਉਹਨਾਂ ਦੀਆਂ ਸਮੱਸਿਆਵਾਂ ਸੁਣਦਾ ਹੈ। ਹਾਲਾਂਕਿ ਇਸ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੁਝ ਨਹੀਂ ਕੀਤਾ ਜਾਂਦਾ ਪਰੰਤੂ ਖਬਰਾਂ ਜਰੂਰ ਬਣ ਜਾਂਦੀਆਂ ਹਨ। ਇਸ ਦੌਰਾਨ ਜਦੋਂ ਇਹ ਸਿਆਸੀ ਆਗੂ ਆਪਣੇ ਸੁਰਖਿਆ ਕਰਮੀਆਂ ਨਾਲ ਬੱਸ ਅੱਡਿਆਂ ਜਾਂ ਜਨਤਕ ਥਾਵਾਂ ਤੇ ਜਾਂਦੇ ਹਨ ਤਾਂ ਆਮ ਲੋਕਾਂ ਨੂੰ ਜਰੂਰ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਹਾਲਾਤ ਇਹ ਹਨ ਕਿ ਖਬਰਾਂ ਵਿੱਚ ਰਹਿਣ ਲਈ ਹਰ ਵੱਡਾ ਛੋਟਾ ਆਗੂ ਹਰ ਦਿਨ ਕੁੱਝ ਨਾ ਕੁੱਝ ਕਰਦਾ ਰਹਿੰਦਾ ਹੈ ਅਤੇ ਆਪਣੀ ਸਿਆਸੀ ਹਾਜਰੀ ਲਗਵਾ ਲੈਂਦਾ ਹੈ। ਕਈ ਸਿਆਸੀ ਆਗੂ ਤਾਂ ਖਬਰਾਂ ਵਿੱਚ ਆਉਣ ਲਈ ਬੇਤੁੱਕੇ ਬਿਆਨ ਵੀ ਦਿੰਦੇ ਰਹਿੰਦੇ ਹਨ। ਕਈ ਸਿਆਸੀ ਆਗੂ ਅਜਿਹੇ ਵਿਸ਼ਿਆਂ ਬਾਰੇ ਵੀ ਬਿਆਨ ਦੇ ਦਿੰਦੇ ਹਨ, ਜਿਹਨਾਂ ਵਿਸ਼ਿਆਂ ਬਾਰੇ ਉਹਨਾਂ ਨੂੰ ਖੁਦ ਨੂੰ ਵੀ ਚੰਗੀ ਤਰ੍ਹਾਂ ਜਾਣਕਾਰੀ ਨਹੀਂ ਹੁੰਦੀ, ਇਸ ਤਰ੍ਹਾਂ ਇਹ ਸਿਆਸੀ ਆਗੂ ਕਈ ਵਾਰ ਹਾਸੋਹੀਣੀ ਸਥਿਤੀ ਦਾ ਸ਼ਿਕਾਰ ਵੀ ਹੋ ਜਾਂਦੇ ਹਨ।
ਅਕਸਰ ਵੇਖਣ ਵਿੱਚ ਆਇਆ ਹੈ ਕਿ ਜਦੋਂ ਵੀ ਕੋਈ ਹਾਦਸਾ ਵਾਪਰਦਾ ਹੈ ਜਾਂ ਕੋਈ ਘਟਨਾ ਹੋ ਜਾਂਦੀ ਹੈ ਤਾਂ ਆਪੋ ਬਣੇ ਨੇਤਾ ਜਾਂ ਸਿਆਸੀ ਆਗੂ ਤੁਰੰਤ ਮੌਕੇ ਤੇ ਪਹੁੰਚ ਜਾਂਦੇ ਹਨ ਅਤੇ ਮਜਮਾ ਲਗਾ ਕੇ ਆਪਣੀ ਸਿਆਸਤ ਸ਼ੁਰੂ ਕਰ ਦਿੰਦੇ ਹਨ। ਅਜਿਹੇ ਮੌਕਿਆਂ ਤੇ ਵਿਰੋਧੀ ਆਗੂ ਤਾਂ ਹਰ ਕੰਮ ਲਈ ਸਰਕਾਰ ਨੂੰ ਦੋਸ਼ੀ ਠਹਿਰਾ ਦਿੰਦੇ ਹਨ, ਭਾਵੇਂ ਕਿ ਸਰਕਾਰ ਕਿਸੇ ਵੀ ਪਾਰਟੀ ਦੀ ਹੋਵੇ ਅਤੇ ਹਰ ਸਰਕਾਰ ਦੇ ਰਾਜ ਸਮੇਂ ਅਜਿਹਾ ਹੀ ਹੁੰਦਾ ਹੈ।
ਪਿਛਲੇ ਦਿਨੀਂ ਅਮਰੀਕਾ ਤੋਂ ਅਨੇਕਾਂ ਭਾਰਤੀਆਂ ਨੂੰ ਡੀਪੋਰਟ ਕਰਕੇ ਭੇਜਿਆ ਗਿਆ ਹੈ। ਇਸ ਸੰਬੰਧੀ ਭਾਜਪਾ ਦੇ ਕਈ ਆਗੂ ਮੁੱਖ ਮੰਤਰੀ ਭਗਵੰਤ ਮਾਨ ਤੇ ਦੋਸ਼ ਲਗਾ ਰਹੇ ਹਨ ਕਿ ਉਹਨਾਂ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ਦੇ ਨੌਜਵਾਨ ਪਰਵਾਸ ਕਰ ਰਹੇ ਹਨ। ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਆਗੂਆਂ ਦਾ ਕਹਿਣਾ ਹੈ ਕਿ ਪੰਜਾਬ ਦੇ ਲੋਕਾਂ ਦਾ ਪਰਵਾਸ ਤਾਂ ਪਿਛਲੀਆਂ ਕਾਂਗਰਸ ਅਤੇ ਅਕਾਲੀ ਭਾਜਪਾ ਗਠਜੋੜ ਸਰਕਾਰਾਂ ਵੇਲੇ ਵੀ ਜਾਰੀ ਸੀ। ਜਦੋਂ ਭਾਜਪਾ ਆਗੂਆਂ ਨੂੰ ਅਮਰੀਕਾ ਤੋਂ ਡਿਪੋਰਟ ਕੀਤੇ ਜਹਾਜ ਅੰਮ੍ਰਿਤਸਰ ਵਿਖੇ ਉਤਾਰਨ ਬਾਰੇ ਪੁਛਿਆ ਜਾਂਦਾ ਹੈ ਤਾਂ ਉਹ ਕਹਿ ਦਿੰਦੇ ਹਨ ਕਿ ਅਮਰੀਕਾ ਤੋਂ ਅੰਮ੍ਰਿਤਸਰ ਨੇੜੇ ਪੈਂਦਾ ਹੈ। ਪਰ ਹੋਰ ਸਿਆਸੀ ਪਾਰਟੀਆਂ ਦੇ ਆਗੂ ਕਹਿੰਦੇ ਹਨ ਕਿ ਫੇਰ ਅਮਰੀਕਾ ਤੋਂ ਆਉਣ ਵਾਲੀਆਂ ਸਾਰੀਆਂ ਫਲਾਈਟਾਂ ਨੂੰ ਹੀ ਅੰਮ੍ਰਿਤਸਰ ਵਿੱਚ ਉਤਾਰਿਆ ਜਾਣਾ ਚਾਹੀਦਾ ਹੈ। ਕੁਝ ਸਿਆਸੀ ਆਗੂ ਦਾਅਵਾ ਕਰਦੇ ਹਨ ਕਿ ਅੰਮ੍ਰਿਤਸਰ ਤੋਂ ਦਿੱਲੀ ਦਾ ਹਵਾਈ ਜਹਾਜ ਵਿੱਚ ਸਫਰ ਕੁਝ ਮਿੰਟਾਂ ਦਾ ਹੀ ਹੁੰਦਾ ਹੈ। ਇਸ ਲਈ ਇਹ ਡਿਪੋਰਟ ਕੀਤੇ ਜਹਾਜ ਆਸਾਨੀ ਨਾਲ ਦਿੱਲੀ ਉਤਾਰੇ ਜਾ ਸਕਦੇ ਹਨ ਪਰ ਇਸ ਗੱਲ ਦਾ ਭੇਤ ਅਜੇ ਤਕ ਨਹੀਂ ਖੁਲਿਆ ਕਿ ਅਮਰੀਕਾ ਤੋਂ ਡਿਪੋਰਟ ਕੀਤੇ ਗਏ ਭਾਰਤੀਆਂ ਦੇ ਜਹਾਜਾਂ ਨੂੰ ਪੰਜਾਬ ਦੇ ਅੰਮ੍ਰਿਤਸਰ ਵਿੱਚ ਹੀ ਕਿਉਂ ਉਤਾਰਿਆ ਗਿਆ।
ਇਸ ਮੁੱਦੇ ਤੇ ਵੀ ਸਿਆਸੀ ਆਗੂਆਂ ਵੱਲੋਂ ਸਿਆਸਤ ਕੀਤੀ ਜਾ ਰਹੀ ਹੈ ਅਤੇ ਮਜਮੇ ਲਗਾਏ ਜਾ ਰਹੇ ਹਨ। ਕਹਿਣ ਦਾ ਭਾਵ ਇਹ ਹੈ ਕਿ ਮਜਮੇਬਾਜੀ ਭਾਰਤ ਦੀ ਸਿਆਸਤ ਦਾ ਇੱਕ ਰੰਗ ਬਣ ਗਈ ਹੈ ਅਤੇ ਭਾਰਤ ਦੀ ਸਿਆਸਤ ਮਜਮੇਬਾਜੀ ਦੇ ਰੰਗ ਵਿੱਚ ਪੂਰੀ ਤਰ੍ਹਾਂ ਰੰਗੀ ਗਈ ਹੈ।
ਬਿਊਰੋ
Editorial
ਕਾਵਿ ਸੰਗ੍ਰਹਿ ਸੁਪਨਿਆਂ ਦੀ ਗੱਲ ਦਾ ਲੇਖਾ ਜੋਖਾ

ਪਿਆਰਾ ਸਿੰਘ ਰਾਹੀ ਆਪਣਾ ਇੱਕ ਹੋਰ ਨਵੇਲਾ ਕਾਵਿ ਸੰਗ੍ਰਹਿ ਸੁਪਨਿਆਂ ਦੀ ਗੱਲ ਲੈ ਕੇ ਮੁੜ੍ਹ ਪੰਜਾਬੀ ਸਾਹਿਤ ਜਗਤ ਦੇ ਵਿਹੜੇ ਆਏ ਹਨ। ਉਹਨਾਂ ਦੀ ਇਹ ਮੌਲਿਕ ਪੁਸਤਕ ਦੇ 112 ਪੰਨੇ ਹਨ ਅਤੇ ਸਪਤ ਰਿਸ਼ੀ ਪਬਲਿਸ਼ਰਜ ਚੰਡੀਗੜ੍ਹ ਵਲੋਂ ਇਸਨੂੰ ਸੋਹਣੀ ਦਿੱਖ ਦੇ ਕੇ ਪ੍ਰਕਾਸ਼ਿਤ ਕੀਤਾ ਗਿਆਹੈ। ਇਹ ਪੁਸਤਕ ਲੇਖਕ ਨੇ ਆਪਣੇ ਮਾਤਾ ਪਿਤਾ ਨੂੰ ਸਮਰਪਿਤ ਕੀਤੀ ਹੈ।
ਲੇਖਕ ਦੇ ਜੀਵਨ ਤੇ ਸਾਹਿਤ ਰਚਨਾ ਦੇ ਸਫ਼ਰ ਤੇ ਡਾ ਜਲੌਰ ਸਿੰਘ ਖੀਵਾ, ਜਸਪਾਲ ਸਿੰਘ ਦੇਸੂਵੀ ਤੇ ਜਸਵਿੰਦਰ ਸਿੰਘ ਕਾਈਨੌਂਰ ਵੱਲੋਂ ਆਪੋ ਆਪਣੇ ਅੰਦਾਜ਼ ਵਿੱਚ ਬਾਖੂਬੀ ਝਾਤ ਪੁਆਈ ਗਈ ਹੈ। ਇਹ ਪੁਸਤਕ ਰੂਪੀ ਗੁਲਦਸਤਾ ਕਵਿਤਾਵਾਂ, ਗ਼ਜ਼ਲਾਂ ਤੇ ਗੀਤਾਂ ਦਾ ਸੁਮੇਲ ਹੈ।
ਪੁਸਤਕ ਦਾ ਸਿਰਲੇਖ ਭਾਵੇਂ ‘ਸੁਪਨਿਆਂ ਦੀ ਗੱਲ’ ਰੱਖਿਆ ਗਿਆ ਹੈ ਪਰ ਗੱਲਾਂ ਹਕੀਕੀ ਜੀਵਨ ਵਿੱਚ ਕੰਮ ਆਉਣ ਵਾਲੀਆਂ ਹੀ ਕਹੀਆਂ ਹਨ। ਜੀਵਨ ਦੇ ਕਈ ਰੰਗ ਇਸ ਪੁਸਤਕ ਵਿੱਚ ਸੰਜੋਏ ਗਏ ਹਨ ਤੇ ਲੇਖਕ ਹਰ ਹਾਲ ਵਿੱਚ ਮਾਲਕ ਦਾ ਸ਼ੁਕਰਾਨਾ ਕਰਨ ਵਾਲਾ, ਇਕ ਸੁਹਿਰਦ ਇਨਸਾਨ ਹੈ ਜਿਸਨੂੰ ਸ਼ੋਹਰਤ ਦੀ ਕੋਈ ਭੁੱਖ ਨਹੀਂ ਬਸ ਆਪਣੀ ਮਸਤਾਨੀ ਚਾਲੇ ਚਲਦੇ ਰਹਿਣ ਨੂੰ ਹੀ ਜਿੰਦਗੀ ਮੰਨਦਾ ਹੈ।
ਪੁਸਤਕ ਦੇ ਪੰਨਾ 86 ਤੇ ਅੰਕਿਤ ਰਚਨਾ ‘ਚਿਹਰੇ ਉੱਤੇ ਚਿਹਰਾ’ ਵਾਕਿਆ ਹੀ ਦੋਗਲੇ ਚਿਹਰੇ ਵਾਲਿਆਂ ਦੇ ਪਾਜ਼ ਉਘੇੜ੍ਹਦੀ ਇਕ ਵਧੀਆ ਰਚਨਾ ਹੈ। ਪੁਸਤਕ ਵਿਚਲੀਆਂ ਸਾਰੀਆਂ ਹੀ ਰਚਨਾਵਾਂ ਤਜ਼ਰਬੇ ਦੀ ਭੱਠੀ ਵਿੱਚੋਂ ਪਕਾ ਕੇ ਪਾਠਕਾਂ ਲਈ ਪ੍ਰੋਸੀਆਂ ਗਈਆਂ ਹਨ। ਸਾਇਰ ਜਿੱਥੇ ਇਸ ਸੋਹਣੇ ਕਾਰਜ ਲਈ ਵਧਾਈ ਦਾ ਪਾਤਰ ਹੈ ਉੱਥੇ ਇਸ ਲੇਖਕ ਤੋਂ ਭਵਿੱਖ ਵਿੱਚ ਕੁਝ ਹੋਰ ਚੰਗੇਰਾ ਕਰਨ ਦੀ ਆਸ ਲਾਉਣੀ ਵੀ ਬੇਮਾਇਨਾ ਨਹੀਂ ਹੈ।
ਰਾਜ ਕੁਮਾਰ ਸਾਹੋਵਾਲੀਆ
8968240914
Editorial
ਆਮ ਲੋਕਾਂ ਨੂੰ ਦਵਾਈਆਂ ਦੀ ਲਗਾਤਾਰ ਵੱਧਦੀ ਕੀਮਤ ਤੋਂ ਰਾਹਤ ਦਿਵਾਉਣਾ ਸਰਕਾਰ ਦੀ ਜਿੰਮੇਵਾਰੀ
ਅੱਜ ਕੱਲ ਦੇ ਦੌੜ ਭੱਜ ਵਾਲੇ ਜੀਵਨ ਵਿੱਚ ਆਮ ਲੋਕਾਂ ਉੱਪਰ ਪੈਂਦੇ ਵੱਖ ਵੱਖ ਆਰਥਿਕ, ਸਮਾਜਿਕ ਦਬਾਉ ਕਾਰਨ ਲੋਕਾਂ ਦਾ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੁੰਦਾ ਹੈ ਅਤੇ ਬਾਕੀ ਦੀ ਕਸਰ ਵਾਤਾਵਰਣ ਵਿੱਚ ਲਗਾਤਾਰ ਵੱਧਦੇ ਪ੍ਰਦੂਸ਼ਨ ਅਤੇ ਖਾਣ ਪੀਣ ਦੀਆਂ ਵਸਤੂਆਂ ਵਿੱਚ ਵੱਡੇ ਪੱਧਰ ਤੇ ਕੀਤੀ ਜਾਂਦੀ ਮਿਲਾਵਟ ਨੇ ਕੱਢ ਦਿੱਤੀ ਹੈ। ਇਸੇ ਦਾ ਨਤੀਜਾ ਹੈ ਕਿ ਦੇਸ਼ ਭਰ ਵਿੱਚ ਵੱਖ ਵੱਖ ਬਿਮਾਰੀਆਂ ਤੋਂ ਪੀੜਿਤ ਮਰੀਜਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਇਸਦੇ ਨਾਲ ਹੀ ਮੌਜੂਦਾ ਆਧੁਨਿਕ (ਅਤੇ ਵਿਗਿਆਨਕ) ਯੁਗ ਵਿੱਚ ਇੱਕ ਤੋਂ ਬਾਅਦ ਇੱਕ ਹੋਣ ਵਾਲੇ ਨਵੇਂ ਨਵੇਂ ਆਵਿਸ਼ਕਾਰਾਂ ਅਤੇ ਲਗਾਤਾਰ ਹੋਣ ਵਾਲੀਆਂ ਵਿਗਿਆਨਕ ਖੋਜਾਂ ਨੇ ਜਿੱਥੇ ਮਨੁੱਖ ਨੂੰ ਹਰ ਤਰ੍ਹਾਂ ਦੀ ਸਹੂਲੀਅਤ ਦਿੱਤੀ ਹੈ ਉੱਥੇ ਬੈਠੇ ਬਿਠਾਏ ਸਭ ਕੁੱਝ ਕਰ ਲੈਣ ਦੀ ਇਸ ਸਹੂਲੀਅਤ ਨੇ ਮਨੁੱਖ ਨੂੰ ਅੰਦਰ ਹੀ ਅੰਦਰ ਬਹੁਤ ਕਮਜੋਰ ਕਰ ਦਿੱਤਾ ਹੈ ਅਤੇ ਉਸਦੀ ਬਿਮਾਰੀਆਂ ਨਾਲ ਲੜਣ ਦੀ ਤਾਕਤ ਘੱਟ ਹੋ ਗਈ ਹੈ।
ਇਸੇ ਦਾ ਨਤੀਜਾ ਹੈ ਕਿ ਦਵਾਈਆਂ ਅੱਜ ਹਰ ਘਰ ਦੀ ਮੁਢਲੀ ਲੋੜ ਬਣ ਚੁੱਕੀਆਂ ਹਨ ਅਤੇ ਸ਼ਾਇਦ ਹੀ ਕੋਈ ਅਜਿਹਾ ਘਰ ਹੋਵੇਗਾ ਜਿੱਥੇ ਹਰ ਮਹੀਨੇ ਪਰਿਵਾਰ ਦੇ ਕਿਸੇ ਨਾ ਕਿਸੇ ਮੈਂਬਰ ਵਾਸਤੇ ਦਵਾਈਆਂ ਉੱਪਰ ਮੋਟੀ ਰਕਮ ਖਰਚ ਨਾ ਕਰਨੀ ਪੈਂਦੀ ਹੋਵੇ। ਇਹ ਵੀ ਕਿਹਾ ਜਾ ਸਕਦਾ ਹੈ ਕਿ ਹੁਣ ਮਨੁੱਖ ਦੀਆਂ ਮੁੱਢਲੀਆਂ ਲੋੜਾਂ ਰੋਟੀ, ਕਪੜਾ ਅਤੇ ਮਕਾਨ ਤੋਂ ਪਹਿਲਾਂ ਸਭ ਤੋਂ ਅਹਿਮ ਲੋੜ ਦਵਾਈਆਂ ਬਣ ਗਈਆਂ ਹਨ। ਇਹ ਵੀ ਕਿਹਾ ਜਾ ਸਕਦਾ ਹੈ ਕਿ ਬਿਮਾਰਾਂ ਦੀ ਇਸ ਲਗਾਤਾਰ ਵੱਧਦੀ ਗਿਣਤੀ ਕਾਰਨ ਦਵਾਈਆਂ ਇਸ ਵੇਲੇ ਅਜਿਹੀ ਵਸਤੂ ਬਣ ਚੁੱਕੀਆਂ ਹਨ ਜਿਹਨਾਂ ਨੂੰ ਖਰੀਦਣਾ ਆਮ ਲੋਕਾਂ ਦੀ ਮਜਬੂਰੀ ਹੈ ਅਤੇ ਇਸਦਾ ਸਿੱਧਾ ਫਾਇਦਾ ਦਵਾਈ ਕੰਪਨੀਆਂ ਨੂੰ ਹੋ ਰਿਹਾ ਹੈ ਜਿਹੜੀਆਂ ਦਵਾਈਆਂ ਦੇ ਮਨਮਰਜੀ ਦੇ ਦਾਮ ਵਸੂਲ ਕਰਕੇ ਭਾਰੀ ਮੁਨਾਫਾ ਕਮਾਉਂਦੀਆਂ ਹਨ।
ਵੱਖ ਵੱਖ ਬਿਮਾਰੀਆਂ ਦੇ ਇਲਾਜ ਲਈ ਵਰਤੀਆਂ ਜਾਣ ਵਾਲੀਆਂ ਆਮ ਦਵਾਈਆਂ ਹੋਣ ਜਾਂ ਜੀਵਨ ਰਖਿਅਕ ਦਵਾਈਆਂ, ਇਹਨਾਂ ਦੀ ਕੀਮਤ ਲਗਾਤਾਰ ਵੱਧਦੀ ਹੀ ਜਾਂਦੀ ਹੈ ਅਤੇ ਪਿਛਲੇ ਸਮੇਂ ਦੌਰਾਨ ਰੋਜਾਨਾ ਵਰਤੋਂ ਦੀਆਂ ਦਵਾਈਆਂ ਦੀ ਕੀਮਤ ਵਿੱਚ ਬਹੁਤ ਜਿਆਦਾ ਵਾਧਾ ਹੋਇਆ ਹੈ। ਦਵਾਈ ਕੰਪਨੀਆਂ ਦੀ ਹਾਲਤ ਇਹ ਹੈ ਕਿ ਇਹ ਕੰਪਨੀਆਂ ਬ੍ਰਾਂਡਿਡ ਦੇ ਨਾਮ ਤੇ ਵੇਚੀਆਂ ਜਾਣ ਵਾਲੀਆਂ ਦਵਾਈਆਂ ਦੀ ਅਸਲ ਕੀਮਤ ਤੋਂ ਕਈ ਗੁਣਾ ਵੱਧ ਕੀਮਤ ਵਸੂਲ ਕਰਦੀਆਂ ਹਨ ਜਦੋਂਕਿ ਜੈਨਰਿਕ ਦਵਾਈ ਦੇ ਤੌਰ ਤੇ ਤਿਆਰ ਕੀਤੀਆਂ ਗਈਆਂ ਉਹੀ ਦਵਾਈਆਂ ਬਹੁਤ ਸਸਤੀਆਂ ਵਿਕਦੀਆਂ ਹਨ।
ਇਹਨਾਂ ਦਵਾਈ ਕੰਪਨੀਆਂ ਵਲੋਂ ਆਮ ਲੋਕਾਂ ਨੂੰ ਮਨਮਰਜੀ ਦੀਆਂ ਕੀਮਤਾਂ ਤੇ ਦਵਾਈਆਂ ਵੇਚਣ ਦੀ ਕਾਰਵਾਈ ਤੇ ਰੋਕ ਲਗਾਉਣ ਲਈ ਕੇਂਦਰ ਦੀ ਪ੍ਰਧਾਨਮੰਤਰੀ ਸz. ਮਨਮੋਹਨ ਸਿੰਘ ਦੀ ਅਗਵਾਈ ਵਾਲੀ ਸਰਕਾਰ ਵਲੋਂ 13 ਸਾਲ ਪਹਿਲਾਂ (2012 ਵਿੱਚ) ਆਮ ਵਰਤੋਂ ਵਿੱਚ ਆਉਂਦੀਆਂ ਵੱਡੀ ਗਿਣਤੀ ਦਵਾਈਆਂ ਦੀ ਬਾਜਾਰ ਕੀਮਤ ਨਿਰਧਾਰਤ ਕਰਨ ਦੀ ਕਾਰਵਾਈ ਆਰੰਭ ਕੀਤੀ ਸੀ ਜਿਸਦੇ ਤਹਿਤ ਵੱਖ ਵੱਖ ਦਵਾਈ ਕੰਪਨੀਆਂ ਵਲੋਂ ਵੱਖ ਵੱਖ ਨਾਵਾਂ ਹੇਠ ਵੇਚੀਆਂ ਜਾਣ ਵਾਲੀਆਂ ਦਵਾਈਆਂ ਦੀ ਕੀਮਤ ਇੱਕਸਾਰ ਕਰਨ ਅਤੇ ਦਵਾਈ ਕੰਪਨੀਆਂ ਦਾ ਮੁਨਾਫਾ ਨਿਰਧਾਰਤ ਕਰਕੇ ਇਹਨਾਂ ਦਵਾਈਆਂ ਦੀ ਕੀਮਤ ਨੂੰ ਹੋਰ ਤਰਕ ਸੰਗਤ ਬਣਾਇਆ ਜਾਣਾ ਸੀ। ਪਰੰਤੂ ਬਾਅਦ ਵਿੱਚ ਦੇਸ਼ ਵਿੱਚ ਹੋਈ ਸੱਤਾ ਦੀ ਤਬਦੀਲੀ ਤੋਂ ਬਾਅਦ ਇਹ ਸਾਰਾ ਕੁੱਝ ਵਿਚਾਲੇ ਹੀ ਰਹਿ ਗਿਆ ਅਤੇ ਭਾਜਪਾ ਸਰਕਾਰ ਵਲੋਂ ਇਸ ਸੰਬੰਧੀ ਲੋੜੀਂਦੇ ਕਦਮ ਨਾ ਚੁੱਕੇ ਜਾਣ ਕਾਰਨ ਦਵਾਈ ਕੰਪਨੀਆਂ ਵਲੋਂ ਆਮ ਲੋਕਾਂ ਤੋਂ ਮਨਮਰਜੀ ਦੀ ਕੀਮਤ ਵਸੂਲਣ ਦੀ ਕਰਵਾਈ ਤੋਂ ਆਮ ਲੋਕਾਂ ਨੂੰ ਹੁਣ ਤਕ ਕੋਈ ਰਾਹਤ ਨਹੀਂ ਮਿਲ ਪਾਈ ਹੈ। ਇਸ ਸੰਬੰਧੀ ਜੇਕਰ ਪ੍ਰਧਾਨ ਮੰਤਰੀ ਮੋਦੀ ਦੀ ਸਰਕਾਰ ਦੇ ਪਿਛਲੇ ਸਾਢੇ ਦਸ ਸਾਲਾਂ ਦੇ ਕਾਰਜਕਾਲ ਤੇ ਨਜਰ ਮਾਰੀ ਜਾਵੇ ਤਾਂ ਇਸ ਦੌਰਾਨ ਦਵਾਈਆਂ ਦੀ ਕੀਮਤ ਕਈ ਗੁਨਾ ਤਕ ਵੱਧ ਚੁੱਕੀ ਹੈ ਅਤੇ ਦਵਾਈਆਂ ਦੀ ਕੀਮਤ ਵਿੱਚ ਹੋਏ ਇਸ ਵਾਧੇ ਨੇ ਆਮ ਲੋਕਾਂ ਦਾ ਘਰੇਲੂ ਬਜਟ ਤਕ ਵਿਗਾੜ ਕੇ ਰੱਖ ਦਿੱਤਾ ਹੈ।
ਕਿਸੇ ਵੀ ਸਰਕਾਰ ਦੀ ਮੁੱਢਲੀ ਜਿੰਮੇਵਾਰੀ ਹੁੰਦੀ ਹੈ ਕਿ ਉਹ ਆਪਣੀ ਜਨਤਾ ਨੂੰ ਚੰਗੀਆਂ ਸਿਹਤ ਸੁਵਿਧਾਵਾਂ ਮੁਹਈਆ ਕਰਵਾਏ ਪਰੰਤੂ ਸਾਡੀ ਮੌਜੂਦਾ ਸਰਕਾਰ ਇਸ ਸੰਬੰਧੀ (ਹੁਣ ਤਕ ਤਾਂ) ਨਾਕਾਮ ਸਾਬਿਤ ਹੋਈ ਹੈ। ਕੇਂਦਰ ਸਰਕਾਰ ਦੀ ਇਹ ਜਿੰਮੇਵਾਰੀ ਬਣਦੀ ਹੈ ਕਿ ਆਮ ਲੋਕਾਂ ਦੀ ਦਵਾਈਆਂ ਦੇ ਨਾਮ ਤੇ ਕੀਤੀ ਜਾਂਦੀ ਸਿੱਧੀ ਲੁੱਟ ਦੀ ਇਸ ਕਾਰਵਾਈ ਤੇ ਰੋਕ ਲਗਾਉਣ ਲਈ ਤੁਰੰਤ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਏ। ਦਵਾਈ ਕੰਪਨੀਆਂ ਵਲੋਂ ਆਮ ਲੋਕਾਂ ਦੀ ਮਜਬੂਰੀ ਦਾ ਫਾਇਦਾ ਚੁੱਕ ਕੇ ਕੀਤੀ ਜਾਂਦੀ ਮੁਨਾਫੇਖੋਰੀ ਤੇ ਕਾਬੂ ਕਰਨ ਲਈ ਤੁਰੰਤ ਕਦਮ ਚੁੱਕੇ ਜਾਣੇ ਚਾਹੀਦੇ ਹਨ ਤਾਂ ਜੋ ਆਮ ਜਨਤਾ ਨੂੰ ਰਾਹਤ ਮਿਲੇ।
-
International1 month ago
ਕੈਲੀਫੋਰਨੀਆ ਵਿੱਚ ਲੱਗੀ ਅੱਗ ਕਾਰਨ ਹੁਣ ਤੱਕ 24 ਵਿਅਕਤੀਆਂ ਦੀ ਮੌਤ
-
International1 month ago
ਆਸਟਰੇਲੀਆ ਵਿੱਚ ਸੀਪਲੇਨ ਹਾਦਸਾਗ੍ਰਸਤ ਹੋਣ ਕਾਰਨ 3 ਸੈਲਾਨੀਆਂ ਦੀ ਮੌਤ, 3 ਜ਼ਖ਼ਮੀ
-
Punjab2 months ago
ਗੰਨੇ ਦੀ ਟਰਾਲੀ ਨਾਲ ਟਕਰਾਈ ਸਵਾਰੀਆਂ ਨਾਲ ਭਰੀ ਬੱਸ, 7 ਵਿਅਕਤੀ ਜ਼ਖਮੀ
-
International1 month ago
ਕੈਲੀਫੋਰਨੀਆ ਵਿਚ ਅੱਗ ਨੇ ਮਚਾਈ ਤਬਾਹੀ, ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆਈਆਂ ਸਿੱਖ ਸੰਸਥਾਵਾਂ
-
International1 month ago
ਇਜ਼ਰਾਈਲ ਨੇ ਜੰਗਬੰਦੀ ਸਮਝੌਤੇ ਤਹਿਤ 90 ਫ਼ਲਸਤੀਨੀ ਕੈਦੀਆਂ ਨੂੰ ਕੀਤਾ ਰਿਹਾਅ
-
Mohali1 month ago
ਕਣਕ ਦਾ ਰੇਟ 2275 ਰੁਪਏ ਪ੍ਰਤੀ ਕੁਇੰਟਲ, ਆਟਾ ਵਿਕ ਰਿਹਾ 40 ਰੁਪਏ ਕਿਲੋ
-
Punjab1 month ago
ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਨਗਰ ਕੌਂਸਲ ਪ੍ਰਧਾਨ ਦੀ ਗੱਡੀ ਤੇ ਚਲਾਈਆਂ ਗੋਲੀਆਂ
-
Mohali1 month ago
ਦੁਖ ਦਾ ਪ੍ਰਗਟਾਵਾ