Connect with us

Editorial

ਰਿਹਾਇਸ਼ੀ ਖੇਤਰ ਦੀਆਂ ਅੰਦਰੂਨੀ ਸੜਕਾਂ ਦੀ ਚੌੜਾਈ ਵਧਾਉਣ ਲਈ ਕੰਮ ਕਰੇ ਪ੍ਰਸ਼ਾਸ਼ਨ

Published

on

 

 

ਸਾਡੇ ਸ਼ਹਿਰ ਨੂੰ ਭਾਵੇਂ ਇੱਕ ਅੰਤਰਰਾਸ਼ਟਰੀ ਪੱਧਰ ਦੇ ਵਿਸ਼ਵਪੱਧਰੀ ਸ਼ਹਿਰ ਦਾ ਦਰਜਾ ਹਾਸਿਲ ਹੈ ਅਤੇ ਸਰਕਾਰ ਦੇ ਦਾਅਵਿਆਂ ਅਨੁਸਾਰ ਸ਼ਹਿਰ ਵਾਸੀਆਂ ਨੂੰ ਅਤਿ ਆਧੁਨਿਕ ਸੁਵਿਧਾਵਾਂ ਮੁਹਈਆ ਕਰਵਾਈਆਂ ਜਾਂਦੀਆਂ ਹਨ ਪਰੰਤੂ ਸ਼ਹਿਰ ਦੇ ਰਿਹਾਇਸ਼ੀ ਖੇਤਰਾਂ (ਖਾਸ ਕਰ ਸ਼ਹਿਰ ਦੇ ਪਹਿਲੇ ਪੜਾਅ ਦੌਰਾਨ ਵਿਕਸਿਤ ਕੀਤੇ ਗਏ ਖੇਤਰਾਂ) ਦੀਆਂ ਤੰਗ ਅੰਦਰੂਨੀ ਗਲੀਆਂ ਕੁੱਝ ਹੋਰ ਹੀ ਨਜਾਰਾ ਪੇਸ਼ ਕਰਦੀਆਂ ਹਨ ਜਿੱਥੇ ਲੋਕਾਂ ਦੇ ਘਰਾਂ ਅੱਗ ਖੜ੍ਹੇ ਵਾਹਨਾਂ ਕਾਰਨ ਹੋਰਨਾਂ ਵਾਹਨਾਂ ਨੂੰ ਲੰਘਣ ਲਈ ਮੁਸ਼ਕਿਲ ਨਾਲ ਹੀ ਥਾਂ ਲੱਭਦੀ ਹੈ ਅਤੇ ਵਾਹਨ ਚਾਲਕਾਂ ਨੂੰ ਕਾਫੀ ਤੰਗ ਹੋਣਾ ਪੈਂਦਾ ਹੈ। ਇਸਦਾ ਮੁੱਖ ਕਾਰਨ ਇਹ ਹੈ ਕਿ ਪੰਜ ਕੁ ਦਹਾਕੇ ਪਹਿਲਾਂ ਜਦੋਂ ਸਾਡੇ ਸ਼ਹਿਰ ਦੀ ਉਸਾਰੀ ਦਾ ਅਮਲ ਆਰੰਭ ਹੋਇਆ ਸੀ ਉਸ ਵੇਲੇ ਇਸਦੇ ਯੋਜਨਾਕਾਰਾਂ ਵਲੋਂ ਇਸ ਗੱਲ ਦਾ ਬਿਲਕੁਲ ਵੀ ਧਿਆਨ ਨਹੀਂ ਰੱਖਿਆ ਗਿਆ ਕਿ ਭਵਿੱਖ ਵਿੱਚ ਸ਼ਹਿਰ ਦੇ ਵਿਕਾਸ ਦੇ ਪੜਾਆਂ ਦੌਰਾਨ ਜਦੋਂ ਸ਼ਹਿਰ ਦੀ ਆਬਾਦੀ ਵਿੱਚ ਵਾਧਾ ਹੋ ਜਾਵੇਗਾ ਅਤੇ ਲੋਕਾਂ ਕੋਲ ਆਵਾਜਾਈ ਲਈ ਨਿੱਜੀ ਵਾਹਨਾਂ ਦੀ ਗਿਣਤੀ ਵੱਧ ਜਾਵੇਗੀ ਤਾਂ ਸ਼ਹਿਰ ਵਿੱਚ ਬਣਾਈਆਂ ਜਾ ਰਹੀਆਂ ਤੰਗ ਗਲੀਆਂ ਲੋਕਾਂ ਦੀਆਂ ਆਵਾਜਾਈ ਲੋੜਾਂ ਨੂੰ ਪੂਰਾ ਕਰਨ ਦੀ ਸਮਰਥ ਨਹੀਂ ਰਹਿਣਗੀਆਂ। ਹੁਣ ਜਦੋਂ ਸਾਡੇ ਸ਼ਹਿਰ ਦੀ ਆਬਾਦੀ ਕਾਫੀ ਜਿਆਦਾ ਵੱਧ ਗਈ ਹੈ ਅਤੇ ਸ਼ਹਿਰ ਦੀ ਆਬਾਦੀ ਵਿੱਚ ਹੋਏ ਵਾਧੇ ਨਾਲ ਸ਼ਹਿਰ ਦੇ ਬੁਨਿਆਦੀ ਢਾਂਚੇ ਦੀਆਂ ਕਮੀਆਂ ਵੀ ਸਾਮ੍ਹਣੇ ਆ ਗਈਆਂ ਹਨ। ਸ਼ਹਿਰ ਦੀਆਂ ਤੰਗ ਗਲੀਆਂ ਇਸਦੀ ਸਭ ਤੋਂ ਵੱਡੀ ਮਿਸਾਲ ਹਨ ਜਿੱਥੇ ਜੇਕਰ ਕੋਈ ਵਿਅਕਤੀ ਘਰ ਦੇ ਸਾਮ੍ਹਣੇ ਸੜਕ ਤੇ ਵਾਹਨ ਖੜ੍ਹਾ ਕਰ ਦੇਵੇ ਤਾਂ ਉੱਥੋਂ ਕਿਸ ਹੋਰ ਵਾਹਨ ਦਾ ਲੰਘਣਾ ਤਕ ਔਖਾ ਹੋ ਜਾਂਦਾ ਹੈ।

ਸ਼ਹਿਰ ਦੇ ਵੱਖ ਵੱਖ ਫੇਜ਼ਾਂ ਦੀਆਂ ਅੰਦਰੂਨੀ ਸੜਕਾਂ (ਗਲੀਆਂ) ਦੀ ਚੌੜਾਈ ਭਾਵੇਂ 35 ਤੋਂ 45 ਫੁੱਟ ਤਕ ਰੱਖੀ ਗਈ ਸੀ ਪਰੰਤੂ ਗਲੀਆਂ ਵਾਸਤੇ ਰੱਖੀ ਗਈ ਇਸ ਥਾਂ ਵਿੱਚ ਆਮ ਲੋਕਾਂ ਦੀ ਆਵਾਜਾਈ ਲਈ ਸਿਰਫ 12 ਤੋਂ 14 ਫੁੱਟ ਚੌੜੀ ਸੜਕ ਦੀ ਹੀ ਉਸਾਰੀ ਕੀਤੀ ਗਈ ਅਤੇ ਬਾਕੀ ਦੀ (ਲਗਭਗ ਦੋ ਤਿਹਾਈ) ਥਾਂ ਲੋਕਾਂ ਦੇ ਘਰਾਂ ਸਾਮ੍ਹਣੇ ਖਾਲੀ ਛੱਡ ਦਿੱਤੀ ਗਈ, ਜਿੱਥੇ ਉਹਨਾਂ ਵਲੋਂ ਜਾਂ ਤਾਂ ਬਗੀਚੀਆਂ ਬਣਾ ਲਈਆਂ ਗਈਆਂ ਜਾਂ ਪੱਕੇ ਕਬਜੇ ਕਰ ਲਏ ਗਏ। ਪਹਿਲਾਂ ਪਹਿਲਾਂ ਜਦੋਂ ਲੋਕਾਂ ਕੋਲ ਇੱਕਾ ਦੁੱਕਾ ਵਾਹਨ ਹੁੰਦੇ ਸਨ, ਆਮ ਲੋਕਾਂ ਨੂੰ ਕੋਈ ਪਰੇਸ਼ਾਨੀ ਨਹੀਂ ਹੁੰਦੀ ਸੀ ਪਰੰਤੂ ਸਮੇਂ ਦੇ ਨਾਲ ਨਾਲ ਇਹ ਤੰਗ ਗਲੀਆਂ ਆਮ ਵਸਨੀਕਾਂ ਲਈ ਵੱਡੀ ਪਰੇਸ਼ਾਨੀ ਬਣਦੀਆਂ ਗਈਆਂ।

ਇੱਕ ਤਾਂ ਸ਼ਹਿਰ ਦੇ ਰਿਹਾਇਸ਼ੀ ਖੇਤਰ ਦੀਆਂ ਇਹਨਾਂ ਅੰਦਰੂਨੀ ਸੜਕਾਂ ਦੀ ਚੌੜਾਈ ਪਹਿਲਾਂ ਹੀ ਘੱਟ ਹੈ ਅਤੇ ਇਹਨਾਂ ਦੇ ਕਿਨਾਰੇ ਲੋਕਾਂ ਵਲੋਂ ਆਪਣੇ ਵਾਹਨ ਖੜ੍ਹੇ ਕਰ ਦਿੱਤੇ ਜਾਣ ਕਾਰਨ ਅੰਦਰੂਨੀ ਗਲੀਆਂ ਵਿਚਲੀ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੁੰਦੀ ਹੈ। ਇਸ ਵੇਲੇ ਹਾਲਾਤ ਇਹ ਹੋ ਚੁੱਕੇ ਹਨ ਕਿ ਲੋਕਾਂ ਵਲੋਂ ਗਲੀਆਂ ਦੇ ਦੋਵੇਂ ਪਾਸੇ ਆਪਣੇ ਮਕਾਨ ਦੇ ਸਾਮ੍ਹਣੇ ਸੜਕ ਤੇ ਹੀ ਆਪਣੇ ਵਾਹਨ ਖੜ੍ਹੇ ਕਰ ਦਿੱਤੇ ਜਾਂਦੇ ਹਨ ਜਿਸ ਕਾਰਨ ਕਿਸੇ ਹੋਰ ਵਾਹਨ ਦਾ ਲਾਂਘਾ ਔਖਾ ਹੋ ਜਾਂਦਾ ਹੈ। ਜੇਕਰ ਇਸ ਸੰਬੰਧੀ ਪ੍ਰਸ਼ਾਸ਼ਨ ਦੀ ਕਾਰਵਾਈ ਦੀ ਗੱਲ ਕਰੀਏ ਤਾਂ ਪ੍ਰਸ਼ਾਸ਼ਨ ਵਲੋਂ ਹੁਣ ਤਕ ਆਮ ਲੋਕਾਂ ਦੀ ਇਸ ਸਮੱਸਿਆ ਤੋਂ ਪੂਰੀ ਤਰ੍ਹਾਂ ਟਾਲਾ ਵੱਟਿਆ ਜਾਂਦਾ ਰਿਹਾ ਹੈ। ਨਗਰ ਨਿਗਮ ਵਲੋਂ ਪਿਛਲੇ ਕੁੱਝ ਸਾਲਾਂ ਤੋਂ ਸ਼ਹਿਰ ਦੇ ਵੱਖ ਵੱਖ ਫੇਜ਼ਾਂ ਵਿੱਚ ਸੜਕਾਂ ਕਿਨਾਰੇ ਬਣਾਏ ਗਏ ਫੁਟਪਾਥਾਂ ਨੂੰ ਨੀਵਾਂ ਕਰਕੇ ਕੰਮ ਜਰੂਰ ਚਲਾਇਆ ਜਾ ਰਿਹਾ ਹੈ, ਤਾਂ ਜੋ ਲੋਕ ਇਹਨਾਂ ਫੁਟਪਾਥਾਂ ਤੇ ਆਪਣੇ ਵਾਹਨ ਖੜ੍ਹੇ ਕਰ ਸਕਣ। ਪਰੰਤੂ ਸਵਾਲ ਇਹ ਵੀ ਹੈ ਕਿ ਜੇਕਰ ਇਹਨਾਂ ਫੁਟਪਾਥਾਂ ਦੀ ਉਸਾਰੀ ਗੱਡੀਆਂ ਦੀ ਪਾਰਕਿੰਗ ਲਈ ਹੀ ਕੀਤੀ ਜਾਣੀ ਹੈ ਤਾਂ ਫਿਰ ਪ੍ਰਸ਼ਾਸ਼ਨ ਵਲੋਂ ਇਹਨਾਂ ਗਲੀਆਂ ਨੂੰ ਚੌੜਾ ਕਿਉਂ ਨਹੀਂ ਕੀਤਾ ਜਾਂਦਾ ਅਤੇ ਹਰ ਸਾਲ ਕਰੋੜਾਂ ਰੁਪਏ ਖਰਚ ਕੇ ਇਹਨਾਂ ਫੁਟਪਾਥਾਂ ਦੀ ਉਸਾਰੀ ਕਰਵਾਉਣ ਦੀ ਭਲਾ ਕੀ ਤੁਕ ਬਣਦੀ ਹੈ।

ਇਸ ਸੰਬੰਧੀ ਨਗਰ ਨਿਗਮ ਦੇ ਅਧਿਕਾਰੀ ਤਰਕ ਦਿੰਦੇ ਹਨ ਕਿ ਸ਼ਹਿਰ ਦੇ ਬੁਨਿਆਦੀ ਢਾਂਚੇ ਦੀ ਮੁੱਢਲੀ ਪਲਾਨਿੰਗ ਵਿੱਚ ਕੋਈ ਬਦਲਾਅ ਕਰਨ ਦਾ ਅਧਿਕਾਰ ਉਹਨਾਂ ਕੋਲ ਨਹੀਂ ਹੈ ਅਤੇ ਪਲਾਨਿਗ ਵਿੱਚ ਤਬਦੀਲੀ ਗਮਾਡਾ ਦੇ ਅਧਿਕਾਰ ਖੇਤਰ ਵਿੱਚ ਆਉਂਦੀ ਹੈ। ਪਰ ਇਹ ਗੱਲ ਸਮਝ ਤੋਂ ਬਾਹਰ ਹੈ ਕਿ ਇੰਨੇ ਸਾਲ ਬੀਤ ਜਾਣ ਦੇ ਬਾਵਜੂਦ ਨਗਰ ਨਿਗਮ ਵਲੋਂ ਇਸ ਸੰਬੰਧੀ ਗਮਾਡਾ ਨਾਲ ਤਾਲਮੇਲ ਕਰਕੇ ਸ਼ਹਿਰ ਦੀ ਮੁੱਢਲੀ ਪਲਾਨਿੰਗ ਵਿੱਚ ਲੋੜੀਂਦੀ ਤਬਦੀਲੀ ਕਿਊਂ ਨਹੀਂ ਕਰਵਾਈ ਗਈ ਹੈ। ਨਿਗਮ ਨਿਗਮ ਦੇ ਮੇਅਰ ਦੀ ਜਿੰਮੇਵਾਰੀ ਬਣਦੀ ਹੈ ਕਿ ਉਹ ਸ਼ਹਿਰ ਵਾਸੀਆਂ ਦੀ ਇਸ ਅਹਿਮ ਸਮੱਸਿਆ ਦੇ ਹਲ ਲਈ ਲੋੜੀਂਦੀ ਕਾਰਵਾਈ ਕਰਨ ਅਤੇ ਇਸ ਸੰਬੰਧੀ ਗਮਾਡਾ ਦੇ ਸੰਬੰਧਿਤ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਸ਼ਹਿਰ ਦੀ ਮੁੱਢਲੀ ਪਲਾਨਿੰਗ ਵਿੱਚ ਲੋੜੀਂਦਾ ਫੇਰਬਦਲ ਕਰਵਾਉਣ ਅਤੇ ਅੰਦਰੂਨੀ ਸੜਕਾਂ ਦੀ ਚੌੜਾਈ ਵਿੱਚ ਵਾਧਾ ਕਰਨ ਲਈ ਲੋੜੀਂਦੀ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਸ਼ਹਿਰ ਵਾਸੀਆਂ ਨੂੰ ਇਸ ਸੰਬੰਧੀ ਹੋਣ ਵਾਲੀਆਂ ਸਮੱਸਿਆਵਾਂ ਤੋਂ ਛੁਟਕਾਰਾ ਹਾਸਿਲ ਹੋਵੇ।

Continue Reading

Editorial

ਰੂਸ-ਯੂਕ੍ਰੇਨ ਅਤੇ ਇਜ਼ਰਾਇਲ-ਫਲਸਤੀਨ ਜੰਗਾਂ ਬਾਰੇ ਕਿਆਸ ਅਰਾਈਆਂ ਦਾ ਦੌਰ ਜਾਰੀ

Published

on

By

 

ਯੂਕ੍ਰੇਨ ਦੇ ਖਣਿਜ ਪਦਾਰਥਾਂ ਅਤੇ ਗਾਜਾ ਪੱਟੀ ਤੇ ਕਬਜਾ ਕਰਨਾ ਚਾਹੁੰਦਾ ਹੈ ਅਮਰੀਕਾ

ਇਸ ਸਮੇਂ ਰੂਸ ਅਤੇ ਯੂਕ੍ਰੇਨ ਵਿਚਾਲੇ ਜੰਗ ਜਾਰੀ ਹੈ ਭਾਵੇਂ ਕਿ ਇਸ ਜੰਗ ਨੂੰ ਰੋਕਣ ਲਈ ਪਿਛਲੇ ਦਿਨੀਂ ਅਮਰੀਕਾ ਅਤੇ ਰੂਸ ਦੇ ਅਧਿਕਾਰੀਆਂ ਦੀ ਮੀਟਿੰਗ ਵੀ ਹੋ ਚੁੱਕੀ ਹੈ। ਦੂਜੇ ਪਾਸੇ ਇਜ਼ਰਾਇਲ ਅਤੇ ਫਲਸਤੀਨ ਵਿਚਾਲੇ ਜੰਗ ਰੁਕ ਗਈ ਹੈ ਪਰ ਤਾਜਾ ਰਿਪੋਰਟਾਂ ਇਹ ਕਹਿੰਦੀਆਂ ਹਨ ਕਿ ਇਜ਼ਰਾਇਲ, ਗਾਜਾ ਵਿੱਚ ਮੁੜ ਜੰਗ ਸ਼ੁਰੂ ਕਰ ਸਕਦੀ ਹੈ। ਪਿਛਲੇ ਦਿਨੀਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਸੀ ਕਿ ਜੇਕਰ ਇਜ਼ਰਾਇਲ ਗਾਜ਼ਾ ਵਿੱਚ ਦੁਬਾਰਾ ਜੰਗ ਸ਼ੁਰੂ ਕਰਦਾ ਹੈ ਤਾਂ ਉਹ ਇਸਦਾ ਸਮਰਥਨ ਕਰਨਗੇ ਅਤੇ ਇਸ ਨਾਲ ਗਾਜਾ ਪੱਟੀ ਵਿੱਚ ਜੰਗ ਮੁੜ ਸ਼ੁਰੂ ਹੋਣ ਦੇ ਆਸਾਰ ਬਣਦੇ ਦਿਖ ਰਹੇ ਹਨ।

ਟਰੰਪ ਨੇ ਕਿਹਾ ਸੀ ਕਿ ਇਹ ਇਜ਼ਰਾਇਲ ਤੇ ਨਿਰਭਰ ਕਰਦਾ ਹੈ ਕਿ ਉਹ ਗਾਜ਼ਾ ਬੰਧਕ ਸਮਝੌਤੇ ਦੇ ਦੂਜੇ ਪੜਾਅ ਨਾਲ ਅੱਗੇ ਵਧਣਾ ਚਾਹੁੰਦਾ ਹੈ ਜਾਂ ਦੁਬਾਰਾ ਲੜਾਈ ਸ਼ੁਰੂ ਕਰਨਾ ਚਾਹੁੰਦਾ ਹੈ ਅਤੇ ਅਮਰੀਕਾ ਦੋਵਾਂ ਸਥਿਤੀਆਂ ਵਿੱਚ ਉਸਦਾ ਸਮਰਥਨ ਕਰੇਗਾ। ਡੋਨਾਲਡ ਟਰੰਪ ਦੇ ਬਿਆਨ ਨੇ ਦੁਨੀਆਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ ਕਿਉਂਕਿ ਉਨ੍ਹਾਂ ਨੇ ਹਾਲ ਹੀ ਵਿੱਚ ਲਗਾਤਾਰ ਜੰਗ ਵਿਰੋਧੀ ਰੁਖ਼ ਦਿਖਾਇਆ ਹੈ। ਗਾਜ਼ਾ ਵਿੱਚ ਜੰਗਬੰਦੀ ਲਾਗੂ ਕਰਨ ਵਿੱਚ ਵੀ ਉਨ੍ਹਾਂ ਦੀ ਭੂਮਿਕਾ ਨੂੰ ਮਹੱਤਵਪੂਰਨ ਮੰਨਿਆ ਗਿਆ ਸੀ। ਹਾਲਾਂਕਿ, ਉਨ੍ਹਾਂ ਦੇ ਇਸ ਬਿਆਨ ਤੋਂ ਬਾਅਦ, ਇਹ ਡਰ ਹੈ ਕਿ ਗਾਜ਼ਾ ਵਿੱਚ ਦੁਬਾਰਾ ਜੰਗ ਸ਼ੁਰੂ ਹੋ ਸਕਦੀ ਹੈ।

ਰੂਸ ਅਤੇ ਯੂਕ੍ਰੇਨ ਵਿਚਾਲੇ ਜੰਗ ਸ਼ੁਰੂ ਹੋਈ ਨੂੰ ਲੰਬਾ ਸਮਾਂ ਹੋ ਗਿਆ ਹੈ। ਇਸ ਜੰਗ ਨਾਲ ਦੋਵਾਂ ਦੇਸ਼ਾਂ ਦਾ ਹੀ ਬੁਰਾ ਹਾਲ ਹੋਇਆ ਹੈ ਅਤੇ ਦੋਵੇਂ ਭਾਰੀ ਨੁਕਸਾਨ ਉਠਾ ਚੁੱਕੇ ਹਨ। ਦੋਵਾਂ ਦੇਸ਼ਾਂ ਦੇ ਲੋਕ ਇਸ ਜੰਗ ਤੋਂ ਪੂਰੀ ਤਰ੍ਹਾਂ ਅੱਕ ਚੁੱਕੇ ਹਨ ਪਰੰਤੂ ਇਸ ਦੇ ਬਾਵਜੂਦ ਦੋਵੇਂ ਦੇਸ਼ ਹਾਰ ਮੰਨਣ ਨੂੰ ਤਿਆਰ ਨਹੀਂ ਹਨ ਅਤੇੇ ਜੰਗ ਵਿੱਚ ਡਟੇ ਹੋਏ ਹਨ।

ਰੂਸ ਅਤੇ ਯੂਕ੍ਰੇਨ ਦੋਵੇਂ ਹੀ ਕੁਦਰਤੀ ਸੁੰਦਰਤਾ ਨਾਲ ਭਰਪੂਰ ਦੇਸ਼ ਹਨ ਪਰ ਇਸ ਜੰਗ ਨੇ ਦੋਵਾਂ ਦੇਸ਼ਾਂ ਦੀ ਸੁੰਦਰਤਾ ਨੂੰ ਬਹੁਤ ਨੁਕਸਾਨ ਪਹੁੰਚਾਇਆ ਹੈ। ਦੋਵੇਂ ਦੇਸ਼ਾਂ ਵਿੱਚ ਵੀ ਕੁਦਰਤੀ ਖਣਿਜ ਪਦਾਰਥਾਂ ਅਤੇ ਹੋਰ ਕੁਦਰਤੀ ਚੀਜਾਂ ਦੇ ਭੰਡਾਰ ਹਨ, ਜੋ ਕਿ ਇਸ ਜੰਗ ਕਾਰਨ ਨੁਕਸਾਨੇ ਜਾ ਰਹੇ ਹਨ। ਯੂਕ੍ਰੇਨ ਪਹਿਲਾਂ ਰੂਸ ਦਾ ਹੀ ਹਿੱਸਾ ਹੁੰਦਾ ਸੀ ਪਰ ਸੋਵੀਅਤ ਯੂਨੀਅਨ ਦੇ ਟੁੱਟਣ ਤੋਂ ਬਾਅਦ ਆਜ਼ਾਦ ਦੇਸ਼ ਬਣ ਗਿਆ ਸੀ।

ਯੂਕ੍ਰੇਨ ਨੂੰ ਅਮਰੀਕਾ ਅਤੇ ਉਸ ਦੇ ਸਹਿਯੋਗੀ ਦੇਸ਼ਾਂ ਦੀ ਖੁੱਲੀ ਹਮਾਇਤ ਹੈ ਅਤੇ ਅਮਰੀਕਾ ਵੱਲੋਂ ਜੰਗ ਲੜਨ ਲਈ ਯੂੁਕ੍ਰੇਨ ਨੂੰ ਹਥਿਆਰ ਦਿੱਤੇ ਜਾ ਰਹੇ ਹਨ। ਅਸਲ ਵਿੱਚ ਅਮਰੀਕਾ ਨੇ ਯੂੁਕ੍ਰੇਨ ਰਾਹੀਂ ਰੂਸ ਨੂੰ ਹਰ ਪਾਸਿਓਂ ਘੇਰਨ ਦਾ ਯਤਨ ਕੀਤਾ ਹੋਇਆ ਹੈ। ਰੂਸ ਵੀ ਇਸ ਗੱਲ ਨੂੰ ਸਮਝਦਾ ਹੈ, ਇਸੇ ਕਾਰਨ ਰੂਸ ਵੱਲੋਂ ਯੂਕ੍ਰੇਨ ਨਾਲ ਜੰਗ ਜਾਰੀ ਹੈ।

ਹੁਣ ਅਮਰੀਕਾ ਨੇ ਐਲਾਨ ਕੀਤਾ ਹੈ ਕਿ ਉਹ ਯੂਕ੍ਰੇਨ ਦੇ ਖਣਿਜ ਪਦਾਰਥਾਂ ਦੀ ਵਰਤੋਂ ਅਮਰੀਕਾ ਲਈ ਕਰੇਗਾ ਜਿਸ ਦੀ ਅਜੇ ਯੂਕ੍ਰੇਨ ਨੇ ਹਾਮੀ ਨਹੀਂ ਭਰੀ ਹੈ, ਪਰ ਅਮਰੀਕਾ ਦੀ ਅੱਖ ਯੂਕ੍ਰੇਨ ਦੇ ਕੀਮਤੀ ਖਣਿਜ ਪਦਾਰਥਾਂ ਤੇ ਹੈ। ਇਹਨਾਂ ਖਣਿਜ ਪਦਾਰਥਾਂ ਨੂੰ ਹਾਸਲ ਕਰਨ ਲਈ ਅਮਰੀਕਾ ਹਰ ਹੀਲਾ ਵਰਤ ਰਿਹਾ ਹੈ। ਇਹਨਾਂ ਖਣਿਜ ਪਦਾਰਥਾਂ ਦੇ ਲਾਲਚ ਅਤੇ ਰੂਸ ਨੂੰ ਘੇਰਨ ਲਈ ਹੀ ਅਮਰੀਕਾ ਵੱਲੋਂ ਯੂਕ੍ਰੇਨ ਦੀ ਹਰ ਤਰ੍ਹਾਂ ਮਦਦ ਵੀ ਕੀਤੀ ਜਾ ਰਹੀ ਹੈ। ਭਾਵੇਂਕਿ ਹੁਣ ਅਮਰੀਕਾ ਅਤੇ ਰੂਸ ਦੇ ਅਧਿਕਾਰੀਆਂ ਵਿਚਾਲੇ ਮੀਟਿੰਗ ਤੋਂ ਬਾਅਦ ਇਹ ਜੰਗ ਖਤਮ ਹੋਣ ਦੇ ਆਸਾਰ ਵੀ ਬਣਦੇ ਜਾ ਰਹੇ ਹਨ ਪਰ ਇਹ ਜੰਗ ਇਸ ਸਮੇਂ ਜਾਰੀ ਹੈ।

ਦੂਜੇ ਪਾਸੇ ਇਜਰਾਇਲ ਅਤੇ ਫਲਸਤੀਨ-ਹਮਾਸ ਜੰਗ ਵਿੱਚ ਵੀ ਅਮਰੀਕਾ ਦੀ ਦਿਲਚਸਪੀ ਵੱਧਦੀ ਜਾ ਰਹੀ ਹੈ। ਭਾਵੇਂ ਕਿ ਇਜ਼ਰਾਇਲ ਅਤੇ ਹਮਾਸ ਵਿਚਾਲੇ ਜੰਗਬੰਦੀ ਹੋ ਚੁੱਕੀ ਹੈ ਅਤੇ ਦੋਵੇਂ ਦੇਸ਼ ਜੰਗ ਨੂੰ ਰੋਕ ਚੁੱਕੇ ਹਨ ਪਰ ਇਜਰਾਇਲ ਵੱਲੋਂ ਮੁੜ ਗਾਜਾ ਤੇ ਹਮਲਾ ਕਰਨ ਦੀ ਤਿਆਰੀ ਦੀਆਂ ਰਿਪੋਰਟਾਂ ਆ ਰਹੀਆਂ ਹਨ। ਗਾਜਾ ਵਿੱਚ 90ਫੀਸਦੀ ਇਮਾਰਤਾਂ ਜਾਂ ਤਾਂ ਬਿਲਕੁਲ ਤਬਾਹ ਹੋ ਚੁਕੀਆਂ ਹਨ ਜਾਂ ਫ਼ਿਰ ਬਹੁਤ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ ਹਨ। ਲੱਗਭਗ ਸਾਰੇ ਹਸਪਤਾਲ, ਵਿੱਦਿਅਕ ਸੰਸਥਾਵਾਂ, ਪੀਣ ਵਾਲ਼ੇ ਪਾਣੀ ਦੇ ਸਰੋਤ ਅਤੇ ਢਾਂਚਾ, ਇੱਕ ਤਿਹਾਈ ਤੋਂ ਵੱਧ ਖੇਤੀ ਯੋਗ ਜ਼ਮੀਨ ਤਬਾਹ ਹੋ ਚੁਕੇ ਹਨ।

ਦੂਜੇ ਪਾਸੇ ਅਮਰੀਕਾ ਨੇ ਐਲਾਨ ਕੀਤਾ ਹੈ ਕਿ ਅਮਰੀਕਾ ਗਾਜਾ ਪੱਟੀ ਤੇ ਆਪਣਾ ਕਬਜਾ ਚਾਹੁੰਦਾ ਹੈ ਅਤੇ ਗਾਜਾ ਪੱਟੀ ਦੇ ਖੰਡਰਾਂ ਤੇ ਉਹ ਨਵੇਂ ਹੋਟਲਾਂ ਦੀ ਉਸਾਰੀ ਕਰਨਾ ਚਾਹੁੰਦਾ ਹੈ। ਕੁਝ ਦਿਨ ਪਹਿਲਾਂ ਹੀ ਟਰੰਪ ਨੇ ਗਾਜਾ ਦੀ ਸਾਰੀ ਵਸੋਂ ਨੂੰ ਸਥਾਈ ਤੌਰ ਤੇ ਉਜਾੜ ਕੇ ਉੱਥੇ ਆਲੀਸ਼ਾਨ ਹੋਟਲ ਅਤੇ ਹੋਰ ਉਸਾਰੀ ਕਰਨ ਦੀ ਯੋਜਨਾ ਬਾਰੇ ਐਲਾਨ ਕਰ ਦਿੱਤਾ ਹੈ। ਟਰੰਪ ਨੇ ਕਿਹਾ ਹੈ ਕਿ ਮਿਸਰ ਅਤੇ ਜਾਰਡਨ ਵਰਗੇ ਅਰਬ ਮੁਲਕਾਂ ਵਿੱਚ ਫ਼ਲਸਤੀਨ ਦੇ ਲੋਕਾਂ ਨੂੰ ਅਸਥਾਈ ਕੈਂਪਾਂ ਵਿੱਚ ਵਸਾਇਆ ਜਾਵੇਗਾ ਅਤੇ ਖੁਦ ਅਮਰੀਕਾ ਸਿੱਧੇ ਤੌਰ ਤੇ ਗਾਜਾ ਉੱਪਰ ਕਬਜਾ ਕਰੇਗਾ।

ਇਸ ਬਿਆਨ ਦਾ ਭਾਵੇਂ ਸਾਰੇ ਅਰਬ ਮੁਲਕਾਂ ਸਮੇਤ ਅਮਰੀਕਾ ਦੇ ਪੱਛਮੀ ਭਾਈਵਾਲਾਂ ਨੇ ਵੀ ਵਿਰੋਧ ਕੀਤਾ ਸੀ ਪਰ ਇਸ ਬਿਆਨ ਤੋਂ ਨੇਤਨਯਾਹੂ ਕਾਫ਼ੀ ਖੁਸ਼ ਸੀ ਅਤੇ ਇਜ਼ਰਾਇਲ ਦੇ ਰੱਖਿਆ ਮੰਤਰੀ ਨੇ ਤਾਂ ਇਸ ਯੋਜਨਾ ਉੱਪਰ ਅਮਲ ਕਰਨ ਦੀਆਂ ਤਿਆਰੀਆਂ ਵੀ ਵਿੱਢ ਦਿੱਤੀਆਂ ਹਨ। ਇਜ਼ਰਾਇਲ-ਹਮਾਸ ਵਿੱਚ ਹੋਈ ਜੰਗਬੰਦੀ ਦੀ ਵੀ ਇਜ਼ਰਾਇਲ ਵਾਰ-ਵਾਰ ਉਲੰਘਣਾ ਕਰ ਰਿਹਾ ਹੈ। ਅਮਰੀਕਾ ਵੱਲੋਂ ਗਾਜਾ ਪੱਟੀ ਤੇ ਕਬਜਾ ਕਰਨ ਦੀਆਂ ਗੱਲਾਂ ਤੋਂ ਅਮਰੀਕਾ ਦੀਆਂ ਵਿਸਤਾਰਵਾਦੀ ਅਤੇ ਜੰਗੀ ਨੀਤੀਆਂ ਦਾ ਪਤਾ ਚੱਲ ਜਾਂਦਾ ਹੈ।

ਅਸਲ ਵਿੱਚ ਰੂਸ ਅਤੇ ਯੂਕ੍ਰੇਨ ਤੇ ਇਜ਼ਰਾਇਲ ਤੇ ਫਲਸਤੀਨ ਵਿਚਾਲੇ ਜੰਗਾਂ ਦੌਰਾਨ ਫਾਇਦਾ ਅਮਰੀਕਾ ਦਾ ਹੀ ਹੋ ਰਿਹਾ ਹੈ। ਭਾਵੇਂ ਕਿ ਦੋਵਾਂ ਦੇਸ਼ਾਂ ਵਿਚਾਲੇ ਜੰਗਾਂ ਰੁਕਣ ਦੀਆਂ ਗੱਲਾਂ ਹੋ ਰਹੀਆਂ ਹਨ ਪਰ ਦੋਵਾਂ ਦੇਸ਼ਾਂ ਵਿਚਾਲੇ ਜੰਗਾਂ ਸਬੰਧੀ ਕਿਆਸ ਅਰਾਈਆਂ ਦਾ ਦੌਰ ਵੀ ਜਾਰੀ ਹੈ।

ਬਿਊਰੋ

 

Continue Reading

Editorial

ਵਿਆਹ ਸਮਾਗਮਾਂ ਨੇ ਭਖਾਈ ਪੰਜਾਬ ਦੀ ਸਿਆਸਤ

Published

on

By

 

 

ਵੱਖ-ਵੱਖ ਸਿਆਸੀ ਆਗੂ ਛੱਡਣ ਲੱਗੇ ਸਿਆਸੀ ਛੁਰਲੀਆਂ

ਪਿਛਲੇ ਦਿਨਾਂ ਦੌਰਾਨ ਪੰਜਾਬ ਦੇ ਦੋ ਸਿਆਸੀ ਆਗੂਆਂ ਦੇ ਬੱਚਿਆਂ ਦੇ ਵਿਆਹ ਸਮਾਗਮਾਂ ਕਾਰਨ ਪੰਜਾਬ ਦੀ ਸਿਆਸਤ ਭਖ ਗਈ ਹੈ ਅਤੇ ਇਹਨਾਂ ਸਮਾਗਮਾਂ ਵਿੱਚ ਸ਼ਾਮਲ ਹੋਏ ਵੱਖ ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਕਾਰਨ ਸਿਆਸੀ ਆਗੂ ਆਪੋ ਆਪਣੀਆਂ ਸਿਆਸੀ ਛੁਰਲੀਆਂ ਛੱਡ ਰਹੇ ਹਨ। ਬੀਤੇ ਦਿਨੀਂ ਅਕਾਲੀ ਨੇਤਾ ਸੁਖਬੀਰ ਬਾਦਲ ਦੀ ਪੁੱਤਰੀ ਹਰਕੀਰਤ ਕੌਰ ਦੇ ਵਿਆਹ ਅਤੇ ਭਾਜਪਾ ਨੇਤਾ ਸੁਨੀਲ ਜਾਖੜ ਦੇ ਪੋਤੇ ਜੈਵੀਰ ਜਾਖੜ ਦੇ ਵਿਆਹ ਸੰਬੰਧੀ ਆਯੋਜਿਤ ਸਮਾਗਮਾਂ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਦੀ ਸ਼ਮੂਲੀਅਤ ਹੋਈ ਸੀ, ਜਿਸ ਕਾਰਨ ਪੰਜਾਬ ਦੀ ਸਿਆਸਤ ਵਿੱਚ ਉਬਾਲ ਜਿਹਾ ਆ ਗਿਆ ਹੈ।

ਦਿਲਚਸਪ ਗੱਲ ਇਹ ਵੀ ਹੈ ਕਿ ਇਹਨਾਂ ਦੋਵਾਂ ਸਮਾਗਮਾਂ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਨਹੀਂ ਸੱਦਿਆ ਗਿਆ, ਜਦੋਂਕਿ ਇਹਨਾਂ ਦੋਵਾਂ ਵਿਆਹ ਸਮਾਗਮਾਂ ਵਿੱਚ ਵੱਖ ਵੱਖ ਸਿਆਸੀ ਪਾਰਟੀਆਂ ਦੇ ਆਗੂ ਪਹੁੰਚੇ ਸਨ। ਦੋਵਾਂ ਸਮਾਗਮਾਂ ਵਿੱਚ ਜਿਸ ਤਰੀਕੇ ਨਾਲ ਵੱਖ ਵੱਖ ਵਿਰੋਧੀ ਸਿਆਸੀ ਪਾਰਟੀਆਂ ਦੇ ਆਗੂ ਇੱਕ ਦੂਜੇ ਨੂੰ ਜੱਫੀਆਂ ਪਾ ਕੇ ਮਿਲੇ ਅਤੇ ਆਪਸ ਵਿੱਚ ਹਾਸਾ ਠੱਠਾ ਕਰਦੇ ਰਹੇ, ਉਸ ਨੇ ਇਹਨਾਂ ਪਾਰਟੀਆਂ ਦੇ ਆਮ ਵਰਕਰਾਂ ਨੂੰ ਹੈਰਾਨ ਅਤੇ ਪ੍ਰੇਸ਼ਾਨ ਕਰ ਦਿੱਤਾ ਹੈ। ਇਹ ਸਿਆਸੀ ਆਗੂ ਅਕਸਰ ਇੱਕ ਦੂਜੇ ਵਿਰੁਧ ਜ਼ਹਿਰ ਉਗਲਦੇ ਹਨ ਅਤੇ ਇੱਕ ਦੂਜੇ ਦੀ ਨਿਖੇਧੀ ਕਰਦਿਆਂ ਇੱਕ ਮਿੰਟ ਨਹੀਂ ਲਗਾਉਂਦੇ ਪਰ ਇਹਨਾਂ ਦੋਵਾਂ ਸਮਾਗਮਾਂ ਵਿੱਚ ਇਹ ਆਗੂ ਘਿਓ ਖਿਚੜੀ ਹੋਏ ਨਜਰ ਆਏ।

ਇਸੇ ਕਰਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੁਟਕੀ ਲੈਂਦਿਆਂ ਕਿਹਾ ਕਿ ਇਹ ਆਗੂ ਆਪਣੇ ਮੰਚਾਂ ਤੋਂ ਇੱਕ ਦੂਜੇ ਵਿਰੁੱਧ ਜ਼ਹਿਰ ਉਗਲਦੇ ਹਨ ਪਰ ਨਿੱਜੀ ਸਮਾਗਮਾਂ ਵਿੱਚ ਇੱਕ ਦੂਜੇ ਨੂੰ ਜੱਫੀ ਪਾਉਂਦੇ ਹਨ, ਜਿਸ ਨਾਲ ਉਨ੍ਹਾਂ ਦਾ ਸ਼ੱਕੀ ਚਿਹਰਾ ਨੰਗਾ ਹੁੰਦਾ ਹੈ। ਇਹਨਾਂ ਦੋਵਾਂ ਸਮਾਗਮਾਂ ਦੀਆਂ ਵੱਖ ਵੱਖ ਵੀਡੀਓ ਸ਼ੋਸਲ ਮੀਡੀਆ ਤੇ ਵਾਇਰਲ ਹੋ ਚੁੱਕੀਆਂ ਹਨ, ਜਿਹਨਾਂ ਵਿੱਚ ਵਿਰੋਧੀ ਸਿਆਸੀ ਆਗੂ ਆਪਸ ਵਿੱਚ ਜੱਫੀਆਂ ਪਾਉਂਦਿਆਂ ਅਤੇ ਇੱਕ ਦੂਜੇ ਨਾਲ ਹੱਸ ਹੱਸ ਕੇ ਗੱਲਾਂ ਕਰਦਿਆਂ ਦਿਖਾਈ ਦਿੰਦੇ ਹਨ, ਜਿਸ ਕਾਰਨ ਵੱਖ-ਵੱਖ ਸਿਆਸੀ ਪਾਰਟੀਆਂ ਦੇ ਵਰਕਰਾਂ ਅਤੇ ਆਮ ਲੋਕਾਂ ਵਿੱਚ ਕਈ ਤਰ੍ਹਾਂ ਦੀ ਚਰਚਾ ਹੋ ਰਹੀ ਹੈ। ਵੱਖ ਵੱਖ ਪਾਰਟੀਆਂ ਦੇ ਆਗੂ ਜਿਥੇ ਆਪਣੇ ਆਗੂਆਂ ਦੇ ਇਸ ਵਿਵਹਾਰ ਤੋਂ ਖੁਸ਼ ਨਹੀਂ ਹਨ, ਉਥੇ ਆਮ ਲੋਕ ਵੀ ਕਹਿ ਰਹੇ ਹਨ ਕਿ ਇਹ ਸਿਆਸੀ ਆਗੂ ਅੰਦਰਖਾਤੇ ਆਪਸ ਵਿੱਚ ਰਲੇ ਹੋਏ ਹਨ ਅਤੇ ਸਿਰਫ ਲੋਕਾਂ ਨੂੰ ਦਿਖਾਉਣ ਲਈ ਹੀ ਇੱਕ ਦੂਜੇ ਵਿਰੁਧ ਬਿਆਨਬਾਜੀ ਕਰਦੇ ਹਨ।

ਵੱਖ ਵੱਖ ਪਾਰਟੀਆਂ ਦੇ ਆਗੂਆਂ ਦਾ ਕਹਿਣਾ ਹੈ ਕਿ ਅਕਸਰ ਉਹ ਆਪਣੇ ਇਹਨਾਂ ਆਗੂਆਂ ਦੇ ਪਿੱਛੇ ਲੱਗ ਕੇ ਦੂਜੀਆਂ ਪਾਰਟੀਆਂ ਦੇ ਆਗੂਆਂ ਨਾਲ ਸਿਰ ਧੜ ਦੀ ਬਾਜੀ ਲਗਾਉਣ ਤਕ ਜਾਂਦੇ ਹਨ ਅਤੇ ਅਕਸਰ ਚੋਣਾਂ ਸਮੇਂ ਵੋਟਾਂ ਪੈਣ ਮੌਕੇ ਵੱਖ ਵੱਖ ਸਿਆਸੀ ਪਾਰਟੀਆਂ ਦੇ ਵਰਕਰਾਂ ਵਿਚਾਲੇ ਡਾਂਗ ਸੋਟਾ ਵੀ ਹੁੰਦਾ ਹੈ ਪਰ ਇਹ ਸਿਆਸੀ ਆਗੂ ਖੁਦ ਆਪਸ ਵਿੱਚ ਦੋਸਤਾਨਾ ਸਬੰਧ ਰਖਦੇ ਹਨ, ਜਿਸਤੋਂ ਇਹ ਮਹਿਸੂਸ ਹੁੰਦਾ ਹੈ ਕਿ ਚੋਣਾਂ ਦੌਰਾਨ ਵੀ ਇਹ ਸਿਆਸੀ ਆਗੂ ਆਪਸ ਵਿੱਚ ਦੋਸਤਾਨਾ ਮੈਚ ਹੀ ਖੇਲਦੇ ਹਨ ਜਦੋਂਕਿ ਪਾਰਟੀ ਵਰਕਰਾਂ ਦੇ ਨਾਲ ਨਾਲ ਆਮ ਲੋਕਾਂ ਨੂੰ ਵੀ ਗੁੰਮਰਾਹ ਕਰਦੇ ਹਨ।

ਆਮ ਲੋਕਾਂ ਦਾ ਕਹਿਣਾ ਹੈ ਕਿ ਦੋਵਾਂ ਵਿਆਹ ਸਮਾਗਮਾਂ ਦੀਆਂ ਵਾਇਰਲ ਹੋਈਆਂ ਵੀਡੀਓ ਦੇਖ ਕੇ ਇਹਨਾਂ ਸਿਆਸੀ ਆਗੂਆਂ ਦੀ ਅਸਲੀਅਤ ਸਾਹਮਣੇ ਆ ਗਈ ਹੈ ਕਿ ਇਹ ਸਿਆਸੀ ਆਗੂ ਵੋਟਾਂ ਲੈਣ ਲਈ ਹੀ ਵੱਖੋ ਵੱਖ ਮੌਕਿਆਂ ਤੇ ਇੱਕ ਦੂਜੇ ਵਿਰੁਧ ਮੋਰਚਾ ਖੋਲਦੇ ਹਨ ਪਰ ਅੰਦਰੋਂ ਇਹ ਘਿਓ ਖਿਚੜੀ ਹਨ। ਪੰਜਾਬ ਦੇ ਲੋਕ ਵੈਸੇ ਵੀ ਇਹਨਾਂ ਸਿਆਸੀ ਆਗੂਆਂ ਤੋਂ ਨਿਰਾਸ਼ ਦਿਖਦੇ ਹਨ ਅਤੇ ਲੋਕਾਂ ਦੀ ਇਸੇ ਨਿਰਾਸ਼ਾ ਦਾ ਫਾਇਦਾ ਚੁੱਕ ਕੇ ਹੀ ਆਮ ਆਦਮੀ ਪਾਰਟੀ ਪੰਜਾਬ ਵਿੱਚ ਮਜਬੂਤ ਹੋਈ ਅਤੇ ਪੰਜਾਬ ਵਿੱਚ ਸਰਕਾਰ ਬਣਾਉਣ ਵਿੱਚ ਸਫਲ ਹੋ ਗਈ।

ਇਹਨਾਂ ਦੋਵਾਂ ਵਿਆਹ ਸਮਾਗਮਾਂ ਵਿੱਚ ਪੰਜਾਬ ਦੇ ਮੁੱਖ ਮੰਤਰੀ ਨੂੰ ਨਾ ਬੁਲਾਉਣ ਕਾਰਨ ਵੀ ਆਮ ਆਦਮੀ ਪਾਰਟੀ ਦੇ ਕੁਝ ਆਗੂ ਸਿਆਸੀ ਲਾਹਾ ਲੈਣ ਦਾ ਯਤਨ ਕਰ ਰਹੇ ਹਨ ਅਤੇ ਉਹ ਆਮ ਲੋਕਾਂ ਨੂੰ ਕਹਿ ਰਹੇ ਹਨ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਮ ਲੋਕਾਂ ਵਿਚੋਂ ਹੀ ਉਠੇ ਹਨ ਇਸੇ ਕਰਕੇ ਹੀ ਇਹਨਾਂ ਸਿਆਸੀ ਆਗੂਆਂ ਨੂੰ ਇੱਕ ਆਮ ਪਰਿਵਾਰ ਦੇ ਮੁੰਡੇ ਦਾ ਪੰਜਾਬ ਦੇ ਮੁੱਖ ਮੰਤਰੀ ਦੀ ਕੁਰਸੀ ਤੇ ਬੈਠਣਾ ਬਰਦਾਸ਼ਤ ਨਹੀਂ ਹੋ ਰਿਹਾ। ਆਪ ਆਗੂ ਤਾਂ ਇਹ ਵੀ ਦਾਅਵਾ ਕਰ ਰਹੇ ਹਨ ਕਿ ਪੰਜਾਬ ਦੀਆਂ ਰਵਾਇਤੀ ਪਾਰਟੀਆਂ ਦੇ ਆਗੂ ਤਾਂ ਪੰਜਾਬ ਦੀ ਸਿਆਸਤ ਨੂੰ ਆਪਣੀ ਜੱਦੀ ਜਾਗੀਰ ਸਮਝਦੇ ਰਹੇ ਹਨ, ਇਸੇ ਕਰਕੇ ਹੀ ਉਹ ਆਮ ਆਦਮੀ ਪਾਰਟੀ ਅਤੇ ਪੰਜਾਬ ਦੇ ਮੁੱਖ ਮੰਤਰੀ ਨੂੰ ਸਹਿਣ ਨਹੀਂ ਕਰ ਰਹੇ।

ਭਾਵੇਂ ਕੁਝ ਵੀ ਹੋਵੇ ਪਰ ਇਹਨਾਂ ਦੋਵਾਂ ਵਿਆਹ ਸਮਾਗਮਾਂ ਦੌਰਾਨ ਪੰਜਾਬ ਦੀ ਸਿਆਸਤ ਵਿੱਚ ਉਬਾਲ ਜਰੂਰ ਆ ਗਿਆ ਹੈ ਅਤੇ ਵਿਆਹ ਸਮਾਗਮਾਂ ਕਾਰਨ ਵੀ ਸਿਆਸੀ ਆਗੂ ਆਪਣੀਆਂ ਸਿਆਸੀ ਰੋਟੀਆਂ ਸੇਕਣ ਲੱਗ ਪਏ ਹਨ ਅਤੇ ਆਉਣ ਵਾਲੇ ਦਿਨਾਂ ਦੌਰਾਨ ਵੀ ਵਿਆਹ ਸਮਾਗਮਾਂ ਵਾਲਾ ਮੁੱਦਾ ਪੰਜਾਬ ਦੀ ਸਿਆਸਤ ਵਿੱਚ ਛਾਏ ਰਹਿਣ ਦੀ ਸੰਭਾਵਨਾ ਹੈ।

ਬਿਊਰੋ

 

Continue Reading

Editorial

ਸਾਡੇ ਸ਼ਹਿਰ ਅਤੇ ਆਸਪਾਸ ਦੇ ਖੇਤਰ ਵਿੱਚ ਪੱਕੇ ਟਿਕਾਣੇ ਬਣਾਉਣ ਵਾਲੇ ਮੁਜਰਮਾਂ ਨੂੰ ਕਾਬੂ ਕਰੇ ਪੁਲੀਸ

Published

on

By

 

ਪਿਛਲੇ ਸਮੇਂ ਦੌਰਾਨ ਸਾਡੇ ਸ਼ਹਿਰ ਅਤੇ ਇਸਦੇ ਆਸ ਪਾਸ ਦੇ ਖੇਤਰ ਵਿੱਚ ਵਾਪਰਦੀਆਂ ਅਪਰਾਧਿਕ ਵਾਰਦਾਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਇਸ ਦੌਰਾਨ ਮੁਹਾਲੀ, ਖਰੜ , ਜੀਰਕਪੁਰ ਅਤੇ ਆਸਪਾਸ ਦੇ ਖੇਤਰ ਵਿੱਚ ਮੁਜਰਮਾਂ ਵਲੋਂ ਅੰਜਾਮ ਦਿੱਤੀਆਂ ਜਾਂਦੀਆਂ ਅਪਰਾਧਿਕ ਵਾਰਦਾਤਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਇਸ ਦੌਰਾਨ ਜਿੱਥੇ ਚੋਰੀ ਚਕਾਰੀ ਦੀਆਂ ਵਾਰਦਾਤਾਂ ਲਗਾਤਾਰ ਵੱਧ ਰਹੀਆਂ ਹਨ ਉੱਥੇ ਅਣਪਛਾਤੇ ਮੋਟਰ ਸਾਈਕਲ ਸਵਾਰਾਂ ਵਲੋਂ ਔਰਤਾਂ ਦੇ ਪਰਸ ਅਤੇ ਚੈਨੀਆਂ ਖਿੱਚ ਕੇ ਫਰਾਰ ਹੋਣ ਦੀਆਂ ਵਾਰਦਾਤਾਂ ਵੀ ਤੇਜੀ ਨਾਲ ਵੱਧ ਰਹੀਆਂ ਹਨ। ਇਹਨਾਂ ਮੁਜਰਿਮਾਂ ਦੇ ਹੌਂਸਲੇ ਇੰਨੇ ਵੱਧ ਗਏ ਹਨ ਕਿ ਇਹ ਆਪਣੇ ਘਰ ਦੇ ਬਾਹਰ ਬੈਠ ਕੇ ਧੁੱਪ ਸੇਕ ਰਹੀਆਂ ਜਾਂ ਗਲੀ ਵਿੱਚ ਸੈਰ ਕਰਦੀਆਂ ਮਹਿਲਾਵਾਂ ਤਕ ਦੀਆਂ ਚੈਨੀਆਂ ਖਿੱਚਣ ਲੱਗ ਗਏ ਹਨ।

ਇਸ ਸੰਬੰਧੀ ਜੇਕਰ ਪੁਲੀਸ ਫੋਰਸ ਦੀ ਕਾਰਗੁਜਾਰੀ ਦੀ ਗੱਲ ਕੀਤੀ ਜਾਵੇ ਤਾਂ ਉਹ ਲਗਾਤਾਰ ਵਾਪਰਦੀਆਂ ਇਹਨਾਂ ਵਾਰਦਾਤਾਂ ਤੇ ਕਾਬੂ ਕਰਨ ਵਿੱਚ ਕਾਫੀ ਹੱਦ ਤਕ ਨਾਕਾਮ ਨਜਰ ਆ ਰਹੀ ਹੈ। ਹਾਲਾਂਕਿ ਪੁਲੀਸ ਵਲੋਂ ਸਮੇਂ ਸਮੇਂ ਤੇ ਅਜਿਹੇ ਝਪਟਮਾਰਾਂ ਅਤੇ ਚੋਰਾਂ ਆਦਿ ਨੂੰ ਕਾਬੂ ਕਰਨ ਦਾ ਦਾਅਵਾ ਵੀ ਕੀਤਾ ਜਾਂਦਾ ਹੈ ਪਰੰਤੂ ਇਹਨਾਂ ਵਾਰਦਾਤਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਇਸ ਦੌਰਾਨ ਸ਼ਹਿਰ ਅਤੇ ਆਸਪਾਸ ਦੇ ਖੇਤਰ ਵਿੱਚ ਮੁਜਰਮਾਂ ਵਲੋਂ ਪੱਕੇ ਟਿਕਾਣੇ ਕਾਇਮ ਕਰਨ ਦੀ ਗੱਲ ਵੀ ਸਾਮ੍ਹਣੇ ਆਉਂਦੀ ਰਹੀ ਹੈ ਜਿਹੜੇ ਅਜਿਹੀਆਂ ਵਾਰਦਾਤਾ ਨੂੰ ਅੰਜਾਮ ਦਿੰਦੇ ਹਨ।

ਪੁਲੀਸ ਦੀ ਜਾਂਚ ਵਿੱਚ ਵੀ ਇਹ ਗੱਲ ਸਾਮ੍ਹਣੇ ਆਉਂਦੀ ਰਹੀ ਹੈ ਕਿ ਇਹਨਾਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਨਾ ਸਿਰਫ ਸਾਡੇ ਸ਼ਹਿਰ ਅਤੇ ਆਸ ਪਾਸ ਦੇ ਖੇਤਰ ਦੀ ਭੂਗੌਲਿਕ ਸਥਿਤੀ ਨਾਲ ਚੰਗੀ ਤਰ੍ਹਾਂ ਵਾਕਫ ਹਨ ਬਲਕਿ ਇਹਨਾਂ ਵਲੋਂ ਇਸ ਖੇਤਰ ਵਿੱਚ ਆਪਣੇ ਪੱਕੇ ਟਿਕਾਣੇ ਵੀ ਕਾਇਮ ਕਰ ਲਏ ਗਏ ਹਨ ਅਤੇ ਕਿਸੇ ਵੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਇਹ ਅਪਰਾਧੀ ਆਪਣੇ ਸੁਰਖਿਅਤ ਟਿਕਾਣਿਆਂ ਵਿੱਚ ਪਨਾਹ ਲੈ ਲੈਂਦੇ ਹਨ। ਇਹ ਵੀ ਕਿਹਾ ਜਾ ਸਕਦਾ ਹੈ ਕਿ ਇਹ ਖੇਤਰ ਅਜਿਹੇ ਵਿਅਕਤੀਆਂ ਲਈ ਇੱਕ ਸੁਰਖਿਅਤ ਪਨਾਹਗਾਹ ਬਣ ਗਿਆ ਹੈ ਜਿਹੜੇ ਸਮੇਂ ਸਮੇਂ ਤੇ ਵੱਖ ਵੱਖ ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਦੇ ਕੇ ਕਾਨੂੰਨ ਵਿਵਸਥਾ ਦੀ ਹਾਲਤ ਲਈ ਖਤਰਾ ਪੈਦਾ ਕਰਦੇ ਹਨ। ਇਹਨਾਂ ਸਮਾਜ ਵਿਰੋਧੀ ਅਨਸਰਾਂ ਵਲੋਂ ਵੀ ਇੱਥੇ ਆਪਣੇ ਪੱਕੇ ਟਿਕਾਣੇ ਕਾਇਮ ਕਰ ਲਏ ਗਏ ਹਨ ਜਿਹਨਾਂ ਵਲੋਂ ਸਮੇਂ ਸਮੇਂ ਤੇ ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ।

ਇਹ ਵੀ ਨਹੀਂ ਕਿਹਾ ਜਾ ਸਕਦਾ ਕਿ ਸਾਡੀ ਪੁਲੀਸ ਫੋਰਸ ਅਤੇ ਪ੍ਰਸ਼ਾਸ਼ਨ ਇਸ ਸਮੱਸਿਆ ਤੋਂ ਬੇਖਬਰ ਹੈ। ਇਸ ਸੰਬੰਧੀ ਪੁਲੀਸ ਅਤੇ ਪ੍ਰਸ਼ਾਸ਼ਨ ਵਲੋਂ ਸਮੇਂ ਸਮੇਂ ਤੇ ਛਹਿਰ ਵਾਸੀਆਂ ਲਈ ਇਹ ਹਿਦਾਇਤਾਂ ਵੀ ਜਾਰੀ ਕੀਤੀਆਂ ਜਾਂਦੀਆਂ ਹਨ ਕਿ ਉਹ ਆਪਣੇ ਮਕਾਨਾਂ ਵਿੱਚ ਰਹਿਣ ਵਾਲੇ ਕਿਰਾਏਦਾਰਾਂ, ਪੇਇੰਗ ਗੈਸਟਾਂ ਅਤੇ ਘਰੇਲੂ ਨੌਕਰਾਂ ਬਾਰੇ ਪੂਰੀ ਜਾਣਕਾਰੀ ਆਪਣੇ ਖੇਤਰ ਦੇ ਪੁਲੀਸ ਥਾਣਿਆਂ ਵਿੱਚ ਦਰਜ ਕਰਵਾਉਣ ਅਤੇ ਲੋਕਾਂ ਵਲੋਂ ਇਹ ਜਾਣਕਾਰੀ ਸੰਬੰਧਿਤ ਥਾਣਿਆਂ ਵਿੱਚ ਦਰਜ ਵੀ ਕਰਵਾਈ ਜਾਂਦੀ ਹੈ ਪਰੰਤੂ ਇਹ ਕਾਰਵਾਈ ਇਸਤੋਂ ਅੱਗੇ ਨਹੀਂ ਵੱਧਦੀ, ਜਦੋਂਕਿ ਪੁਲੀਸ ਨੂੰ ਚਾਹੀਦਾ ਹੈ ਕਿ ਛਹਿਰ ਦੇ ਵਸਨੀਕਾਂ ਵਲੋਂ ਆਪਣੇ ਘਰਾਂ ਵਿੱਚ ਕਿਰਾਏ ਤੇ ਰਹਿਣ ਵਾਲੇ ਲੋਕਾਂ ਸੰਬੰਧੀ ਪੁਲੀਸ ਨੂੰ ਦਿੱਤੀ ਜਾਣ ਵਾਲੀ ਇਸ ਜਾਣਕਾਰੀ ਦਾ ਪੂਰਾ ਰਿਕਾਰਡ ਰੱਖ ਕੇ ਅਤੇ ਇਹਨਾਂ ਵਿਅਕਤੀਆਂ ਦੇ ਪਿਛਲੇ ਪਤੇ ਤੋਂ ਉਹਨਾਂ ਦੀ ਪਿਛਲੀ ਜਿੰਦਗੀ ਦਾ ਰਿਕਾਰਡ ਮੰਗਵਾ ਕੇ ਇਹਨਾਂ ਵਿੱਚੋਂ ਸਮਾਜ ਵਿਰੋਧੀ ਅਨਸਰਾਂ ਦੀ ਪਹਿਚਾਨ ਕਰਕੇ ਉਹਨਾਂ ਤੇ ਕਾਬੂ ਕੀਤਾ ਜਾਵੇ।

ਸ਼ਹਿਰ ਅਤੇ ਆਸਪਾਸ ਦੇ ਖੇਤਰ ਵਿੱਚ ਲਗਾਤਾਰ ਵੱਧਦੀਆਂ ਅਪਰਾਧਿਕ ਵਾਰਦਾਤਾਂ ਤੇ ਕਾਬੂ ਕਰਨ ਲਈ ਇਹ ਜਰੂਰੀ ਹੈ ਕਿ ਪੁਲੀਸ ਫੋਰਸ ਨੂੰ ਵਧੇਰੇ ਚੌਕਸ ਕੀਤਾ ਜਾਵੇ ਅਤੇ ਅਜਿਹੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿਸ਼ੇਸ਼ ਜਾਂਚ ਮੁਹਿੰਮ ਚਲਾ ਕੇ ਉਹਨਾਂ ਨੂੰ ਕਾਬੂ ਕੀਤਾ ਜਾਵੇ ਜਿਹਨਾਂ ਵਲੋਂ ਇਸ ਖੇਤਰ ਵਿੱਚ ਆਪਣੇ ਪੱਕੇ ਟਿਕਾਣੇ ਕਾਇਮ ਕਰ ਲਏ ਗਏ ਹਨ। ਇਸ ਸੰਬੰਧੀ ਪੁਲੀਸ ਦੇ ਖੁਫੀਆ ਤੰਤਰ ਨੂੰਵਧੇਰੇ ਸਰਗਰਮ ਕਰਨ ਅਤੇ ਸ਼ਹਿਰ ਅਤੇ ਇਸਦੇ ਆਸ ਪਾਸ ਦੇ ਖੇਤਰ ਵਿੱਚ ਆਪਣੇ ਪੱਕੇ ਟਿਕਾਣੇ ਕਾਇਮ ਕਰਨ ਵਾਲੇ ਅਜਿਹੇ ਵਿਅਕਤੀਆਂ ਦੇ ਖਿਲਾਫ ਯੋਜਨਾਬੱਧ ਤਰੀਕੇ ਨਾਲ ਕਾਰਵਾਈ ਕਰਨ ਦੀ ਲੋੜ ਹੈ। ਇਸਦੇ ਨਾਲ ਨਾਲ ਪੁਲੀਸ ਵਲੋਂ ਅਜਿਹੇ ਸਮਾਜ ਵਿਰੋਧੀ ਅਨਸਰਾਂ ਨੂੰ ਕਾਬੂ ਕਰਨ ਲਈ ਵਿਸ਼ੇਸ਼ ਜਾਂਚ ਮੁਹਿੰਮ ਵੀ ਚਲਾਈ ਜਾਣੀ ਚਾਹੀਦੀ ਹੈ। ਜਿਲ੍ਹਾ ਮੁਹਾਲੀ ਦੇ ਐਸ ਐਸ ਪੀ ਨੂੰ ਚਾਹੀਦਾ ਹੈ ਕਿ ਉਹ ਇਸ ਪਾਸੇ ਧਿਆਨ ਦੇਣ ਅਤੇ ਸ਼ਹਿਰ ਵਿੱਚ ਆਪਣੇ ਪੱਕੇ ਟਿਕਾਣੇ ਕਾਇਮ ਕਰਕੇ ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਲੋਕਾਂ ਵਿਰੁੱਧ ਲੋੜੀਂਦੀ ਕਾਰਵਾਈ ਨੂੰ ਯਕੀਨੀ ਬਣਾਉਣ। ਛਹਿਰਵਾਸੀਆਂ ਦਾ ਪੁਲੀਸ ਤੇ ਭਰੋਸਾ ਕਾਇਮ ਰੱਖਣ ਅਤੇ ਆਏ ਦਿਨ ਵਾਪਰਦੀਆਂ ਅਪਰਾਧਿਕ ਵਾਰਦਾਤਾਂ ਤੇ ਕਾਬੂ ਕਰਨ ਲਈ ਅਜਿਹਾ ਕੀਤਾ ਜਾਣਾ ਬਹੁਤ ਜਰੂਰੀ ਹੈ ਅਤੇ ਪੁਲੀਸ ਨੂੰ ਇਸ ਸੰਬੰਧੀ ਤੁਰੰਤ ਲੋੜੀਂਦੀ ਕਾਰਵਾਈ ਕਰਨੀ ਚਾਹੀਦੀ ਹੈ।

 

Continue Reading

Latest News

Trending