Connect with us

Mohali

ਝੂਠੇ ਪੁਲੀਸ ਮੁਕਾਬਲੇ ਵਿੱਚ 2 ਨੌਜਵਾਨਾਂ ਨੂੰ ਮਾਰਨ ਦੇ ਦੋਸ਼ ਵਿੱਚ ਤਤਕਾਲੀ ਐਸ.ਐਚ.ਓ ਨੂੰ ਉਮਰ ਕੈਦ ਅਤੇ ਥਾਣੇਦਾਰ ਨੂੰ 5 ਸਾਲ ਦੀ ਕੈਦ

Published

on

 

ਦੋਵਾਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਡੇਢ ਡੇਢ ਲੱਖ ਰੁਪਏ ਮੁਆਵਜਾ ਦੇਣ ਦੇ ਹੁਕਮ

ਐਸ ਏ ਐਸ ਨਗਰ, 6 ਮਾਰਚ (ਪਰਵਿੰਦਰ ਕੌਰ ਜੱਸੀ) 1993 ਵਿੱਚ ਹੋਏ ਇਕ ਹੋਰ ਝੂਠੇ ਪੁਲੀਸ ਮੁਕਾਬਲੇ ਵਿੱਚ ਦੋ ਨੌਜਵਾਨਾਂ ਗੁਰਦੇਵ ਸਿੰਘ ਉਰਫ ਦੇਬਾ ਅਤੇ ਸੁਖਵੰਤ ਸਿੰਘ ਨੂੰ ਮਾਰਨ ਦੇ ਦੋਸ਼ ਵਿੱਚ ਮੁਹਾਲੀ ਵਿਚਲੀ ਸੀ.ਬੀ.ਆਈ ਦੀ ਵਿਸ਼ੇਸ਼ ਅਦਾਲਤ ਵਲੋਂ ਉਸ ਸਮੇਂ ਦੇ ਐਸ.ਐਚ.ਓ ਪੱਟੀ ਰਹੇ ਸੀਤਾ ਰਾਮ ਨੂੰ ਕਤਲ ਦੀ ਧਾਰਾ 302 ਵਿੱਚ ਉਮਰ ਕੈਦ, 2 ਲੱਖ ਰੁਪਏ ਜੁਰਮਾਨਾ, ਧਾਰਾ 201 ਵਿੱਚ 5 ਸਾਲ ਦੀ ਕੈਦ 50 ਹਜ਼ਾਰ ਜੁਰਮਾਨਾ ਅਤੇ ਧਾਰਾ 218 ਵਿੱਚ 2 ਸਾਲ ਦੀ ਕੈਦ ਅਤੇ 20 ਹਜਾਰ ਰੁਪਏ ਜੁਰਮਾਨੇ ਦੀ ਸਜਾ ਸੁਣਾਈ ਹੈ। ਇਸੇ ਤਰਾਂ ਦੋਸ਼ੀ ਥਾਣੇਦਾਰ ਰਾਜਪਾਲ ਸਿੰਘ ਨੂੰ ਧਾਰਾ 201 ਅਤੇ 120ਬੀ ਵਿੱਚ 5 ਸਾਲ ਦੀ ਕੈਦ ਅਤੇ 50 ਹਜ਼ਾਰ ਰੁਪਏ ਜੁਰਮਾਨੇ ਦੀ ਸਜਾ ਸੁਣਾਈ ਗਈ ਹੈ। ਅਦਾਲਤ ਨੇ ਆਪਣੇ ਹੁਕਮਾਂ ਵਿੱਚ ਇਹ ਵੀ ਕਿਹਾ ਹੈ ਕਿ ਮ੍ਰਿਤਕ ਦੇ ਪਰਿਵਾਰਾਂ ਨੂੰ ਡੇਢ ਡੇਢ ਲੱਖ ਰੁਪਏ ਮੁਆਵਜਾ ਵੀ ਦਿੱਤਾ ਜਾਵੇ, ਜੋ ਕਿ ਦੋਸ਼ੀਆਂ ਨੂੰ ਕੀਤੇ ਗਏ ਜੁਰਮਾਨੇ ਤੋਂ ਵੱਖਰਾ ਹੋਵੇਗਾ।

ਇਸ ਮਾਮਲੇ ਵਿੱਚ ਅਦਾਲਤ ਵਲੋਂ ਸਾਬਕਾ ਏ.ਆਈ.ਜੀ ਕਸ਼ਮੀਰ ਸਿੰਘ ਗਿੱਲ, ਉਸ ਸਮੇਂ ਦੇ ਕੈਰੋਂ ਚੌਂਕੀ ਇਚਾਰਜ ਰਹੇ ਨੌਰੰਗ ਸਿੰਘ, ਗੋਵਿੰਦਰ ਸਿੰਘ, ਦਰਸ਼ਨ ਸਿੰਘ ਅਤੇ ਫਕੀਰ ਸਿੰਘ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਤਰਨਤਾਰਨ ਪੁਲੀਸ ਨੇ 1993 ਵਿੱਚ ਦੋ ਨੌਜਵਾਨਾਂ ਨੂੰ ਮ੍ਰਿਤਕ ਦਿਖਾਇਆ ਸੀ। ਸੀ.ਬੀ.ਆਈ ਨੇ 1995 ਵਿਚ ਦਿੱਤੇ ਗਏ ਸੁਪਰੀਮ ਕੋਰਟ ਦੇ ਹੁਕਮਾਂ ਦੇ ਆਧਾਰ ਤੇ ਇਸ ਮਾਮਲੇ ਵਿਚ ਜਾਂਚ ਸ਼ੁਰੂ ਕੀਤੀ। ਸੀ.ਬੀ.ਆਈ ਵਲੋਂ ਫਰਵਰੀ 1997 ਵਿਚ ਪੱਟੀ ਦੇ ਏ. ਐਸ. ਆਈ ਨੋਰੰਗ ਸਿੰਘ ਅਤੇ ਹੋਰਾਂ ਵਿਰੁੱਧ ਧਾਰਾ 364/34 ਅਧੀਨ ਕੇਸ ਦਰਜ ਕੀਤਾ ਸੀ। ਸੀ.ਬੀ.ਆਈ ਦੇ ਸਰਕਾਰੀ ਵਕੀਲ ਅਨਮੋਲ ਨਾਰੰਗ ਮੁਤਾਬਕ ਸੀ.ਬੀ.ਆਈ ਨੇ ਸੁਪਰੀਮ ਕੋਰਟ ਦੇ ਹੁਕਮਾਂ ਦੇ ਆਧਾਰ ਤੇ ਜਾਂਚ ਕੀਤੀ ਜੋ ਇਹ ਸਾਬਤ ਕਰਦੇ ਹਨ ਕਿ 30 ਜਨਵਰੀ 1993 ਨੂੰ ਗੁਰਦੇਵ ਸਿੰਘ ਉਰਫ਼ ਦੇਬਾ ਪੁੱਤਰ ਗਿਆਨ ਸਿੰਘ ਵਾਸੀ ਗਲੀਲੀਪੁਰ ਜਿਲਾ ਤਰਨਤਾਰਨ ਨੂੰ ਚੌਕੀ ਇੰਚਾਰਜ ਏ. ਐਸ. ਆਈ ਨੋਰੰਗ ਸਿੰਘ ਦੀ ਅਗਵਾਈ ਵਾਲੀ ਪੁਲੀਸ ਪਾਰਟੀ ਨੇ ਉਸਦੀ ਰਿਹਾਇਸ਼ ਤੋਂ ਚੁੱਕਿਆ ਸੀ ਅਤੇ ਇਸ ਤੋਂ ਬਾਅਦ 5 ਫਰਵਰੀ 1993 ਨੂੰ ਇਕ ਹੋਰ ਨੌਜਵਾਨ ਸੁਖਵੰਤ ਸਿੰਘ ਨੂੰ ਏ. ਐਸ. ਆਈ ਦੀਦਾਰ ਸਿੰਘ ਦੀ ਅਗਵਾਈ ਵਾਲੀ ਪੁਲੀਸ ਪਾਰਟੀ ਨੇ ਤਰਨਤਾਰਨ ਦੇ ਪਿੰਡ ਬਾਹਮਣੀਵਾਲਾਵਿਖੇ ਉਸਦੀ ਰਿਹਾਇਸ਼ ਤੋਂ ਚੁੱਕਿਆ ਸੀ।

ਬਾਅਦ ਵਿੱਚ ਦੋਵਾਂ ਨੂੰ 6 ਫਰਵਰੀ 1993 ਨੂੰ ਥਾਣਾ ਪੱਟੀ ਦੇ ਭਾਗੂਪੁਰ ਖੇਤਰ ਵਿਚ ਇਕ ਪੁਲੀਸ ਮੁਕਾਬਲੇ ਵਿਚ ਮਾਰੇ ਗਏ ਦਿਖਾਇਆ ਗਿਆ ਅਤੇ ਮੁਕਾਬਲੇ ਦੀ ਕਹਾਣੀ ਬਣਾ ਕੇ ਥਾਣਾ ਪੱਟੀ, ਤਰਨਤਾਰਨ ਵਿਖੇ ਐਫ ਆਈ ਆਰ ਦਰਜ ਕੀਤੀ ਗਈ। ਦੋਵਾਂ ਲਾਸ਼ਾਂ ਦਾ ਸਸਕਾਰ ਲਾਵਾਰਿਸ ਹਾਲਤ ਵਿਚ ਕਰ ਦਿੱਤਾ ਗਿਆ ਅਤੇ ਪਰਿਵਾਰਾਂ ਨੂੰ ਨਹੀਂ ਸੌਂਪੀਆਂ ਗਈਆਂ। ਉਸ ਸਮੇਂ ਪੁਲੀਸ ਵਲੋਂ ਦਾਅਵਾ ਕੀਤਾ ਗਿਆ ਸੀ ਕਿ ਦੋਵੇਂ ਕਤਲ, ਜਬਰਦਸਤੀ ਆਦਿ ਦੇ 300 ਮਾਮਲਿਆਂ ਵਿਚ ਸ਼ਾਮਲ ਸਨ, ਪਰ ਸੀ.ਬੀ.ਆਈ ਜਾਂਚ ਦੌਰਾਨ ਇਹ ਤੱਥ ਗਲਤ ਪਾਇਆ ਗਿਆ।

ਸੀ.ਬੀ.ਆਈ ਨੇ ਸਾਲ 2000 ਵਿਚ ਜਾਂਚ ਪੂਰੀ ਕਰਨ ਤੋਂ ਬਾਅਦ ਤਰਨਤਾਰਨ ਦੇ 11 ਪੁਲੀਸ ਅਧਿਕਾਰੀਆਂ (ਨੋਰੰਗ ਸਿੰਘ ਤਤਕਾਲੀ ਇੰਚਾਰਜ ਚੌਂਕੀ ਕੈਰੋਂ, ਏ.ਐਸ.ਆਈ ਦੀਦਾਰ ਸਿੰਘ, ਕਸ਼ਮੀਰ ਸਿੰਘ ਤਤਕਾਲੀ ਡੀ.ਐਸ.ਪੀ ਪੱਟੀ, ਸੀਤਾ ਰਾਮ ਤਤਕਾਲੀ ਐਸ.ਐਚ.ਓ ਪੱਟੀ, ਦਰਸ਼ਨ ਸਿੰਘ, ਗੋਬਿੰਦਰ ਸਿੰਘ ਤਤਕਾਲੀ ਐਸ.ਐਚ.ਓ ਵਲਟੋਹਾ, ਏ.ਐਸ.ਆਈ ਸ਼ਮੀਰ ਸਿੰਘ, ਏ.ਐਸ.ਆਈ ਫਕੀਰ ਸਿੰਘ, ਸਿਪਾਹੀ ਸਰਦੂਲ ਸਿੰਘ, ਸਿਪਾਹੀ ਰਾਜਪਾਲ ਅਤੇ ਸਿਪਾਹੀ ਅਮਰਜੀਤ ਸਿੰਘ) ਵਿਰੁੱਧ ਅਦਾਲਤ ਵਿੱਚ ਚਾਰਜਸ਼ੀਟ ਪੇਸ਼ ਕੀਤੀ ਸੀ ਅਤੇ ਉਨ੍ਹਾਂ ਵਿਰੁੱਧ ਸਾਲ 2001 ਵਿਚ ਦੋਸ਼ ਤੈਅ ਕੀਤੇ ਗਏ ਸਨ।

ਹੈਰਾਨੀ ਦੀ ਗੱਲ ਹੈ ਕਿ ਸੀ.ਬੀ.ਆਈ ਵਲੋਂ ਇਕੱਠੇ ਕੀਤੇ ਗਏ ਸਾਰੇ ਸਬੂਤ ਇਸ ਕੇਸ ਦੀ ਨਿਆਂਇਕ ਫਾਈਲ ਵਿੱਚੋਂ ਗਾਇਬ ਹੋ ਗਏ ਅਤੇ ਉੱਚ ਅਦਾਲਤ ਵਲੋਂ ਸੂਚਿਤ ਕਰਨ ਤੋਂ ਬਾਅਦ, ਹਾਈ ਕੋਰਟ ਦੇ ਹੁਕਮਾਂ ਤੇ ਰਿਕਾਰਡ ਨੂੰ ਦੁਬਾਰਾ ਤਿਆਰ ਕੀਤਾ ਗਿਆ। ਅੰਤ ਵਿੱਚ ਘਟਨਾ ਤੋਂ 30 ਸਾਲ ਬਾਅਦ, ਸਾਲ 2023 ਵਿਚ ਪਹਿਲੇ ਸਰਕਾਰੀ ਗਵਾਹ ਦਾ ਬਿਆਨ ਦਰਜ ਕੀਤਾ ਗਿਆ।

ਪੀੜਤ ਪਰਿਵਾਰਾਂ ਦੇ ਵਕੀਲ ਸਰਬਜੀਤ ਸਿੰਘ ਵੇਰਕਾ ਦਾ ਕਹਿਣਾ ਹੈ ਕਿ ਸੀ.ਬੀ.ਆਈ ਨੇ ਇਸ ਕੇਸ ਵਿਚ 48 ਗਵਾਹਾਂ ਦਾ ਹਵਾਲਾ ਦਿੱਤਾ ਸੀ, ਪਰ ਮੁਕੱਦਮੇ ਦੌਰਾਨ ਸਿਰਫ਼ 22 ਗਵਾਹਾਂ ਨੂੰ ਹੀ ਪੇਸ਼ ਕੀਤਾ ਗਿਆ ਕਿਉਂਕਿ 23 ਗਵਾਹਾਂ ਦੀ ਕੇਸ ਵਿੱਚ ਦੇਰੀ ਹੋਣ ਕਾਰਨ ਅਤੇ ਉਕਤ ਮੁਕੱਦਮੇ ਦੌਰਾਨ ਮੌਤ ਹੋ ਗਈ ਸੀ ਅਤੇ ਇਸ ਤੱਥ ਕਾਰਨ ਕੁਝ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਚਾਰ ਮੁਲਜ਼ਮਾਂ ਸਰਦੂਲ ਸਿੰਘ, ਅਮਰਜੀਤ ਸਿੰਘ, ਦੀਦਾਰ ਸਿੰਘ ਅਤੇ ਸਮੀਰ ਸਿੰਘ ਦੀ ਮੌਤ ਚੱਲ ਰਹੇ ਮੁਕੱਦਮੇ ਦੌਰਾਨ ਹੋ ਗਈ।

 

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending