Punjab
ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਸੰਭਾਲੀ
ਸ੍ਰੀ ਅਨੰਦਪੁਰ ਸਾਹਿਬ, 10 ਮਾਰਚ (ਸ.ਬ.) ਸ੍ਰੀ ਅੰਨਦਪੁਰ ਸਾਹਿਬ- ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵਨਿਯੁਕਤ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਅੰਮ੍ਰਿਤ ਵੇਲੇ ਪੰਜ ਪਿਆਰਿਆਂ ਦੀ ਹਾਜਰੀ ਵਿੱਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਹੈ। ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਅੰਮ੍ਰਿਤ ਵੇਲੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪੁੱਜ ਕੇ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਦੇ ਸੇਵਾ ਸੰਭਾਲਣ ਤੋਂ ਪਹਿਲਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਨੇ ਅਰਦਾਸ ਕੀਤੀ ਅਤੇ ਉਪਰੰਤ ਪੰਜ ਪਿਆਰਿਆਂ ਵਲੋਂ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਨੂੰ ਦਸਤਾਰ ਭੇਟ ਕੀਤੀ।
ਗਿਆਨੀ ਕੁਲਦੀਪ ਸਿੰਘ ਨੇ ਮੌਜੂਦਾ ਪੰਥਕ ਹਾਲਾਤਾਂ ਦੇ ਮੱਦੇਨਜ਼ਰ ਸਮੂਹ ਸਿੱਖ ਜਗਤ ਨੂੰ ਇਕ ਨਿਸ਼ਾਨ ਹੇਠ ਇੱਕਜੁੱਟ ਹੋਣ ਦੀ ਅਪੀਲ ਕੀਤੀ। ਪੰਥ ਨੂੰ ਦਰਪੇਸ਼ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਮਸਲਿਆਂ ਬਾਰੇ ਗੱਲ ਕਰਦਿਆਂ ਗਿਆਨੀ ਕੁਲਦੀਪ ਸਿੰਘ ਨੇ ਕਿਹਾ ਕਿ ਸਾਡੇ ਬਹੁਤੇ ਮਸਲੇ ਗੁਰੂ ਦਰ ਨਾਲੋਂ ਟੁੱਟਣ ਕਾਰਨ ਪੈਦਾ ਹੋਏ ਹਨ। ਉੁਹਨਾਂ ਕਿਹਾ ਕਿ ਸਾਡੇ ਵਿਚ ਧੜੇਬੰਦੀਆਂ ਤੇ ਵਿਚਾਰਧਾਰਕ ਵਖਰੇਵਿਆਂ ਨੇ ਵੱਡੇ ਮੁਫਾਦ ਪੈਦਾ ਕੀਤੇ ਹੋਏ ਹਨ। ਧਾਰਮਿਕ ਤੇ ਸਿਆਸੀ ਤੌਰ ਤੇ ਯੋਗ ਅਗਵਾਈ ਦੀ ਘਾਟ ਕਾਰਨ ਮਿਲ ਬੈਠ ਕੇ ਮਸਲਿਆਂ ਨੂੰ ਸੁਲਝਾਉਣ ਦੀ ਥਾਂ ਤੇ ਇੱਕ ਦੂਜੇ ਨੂੰ ਨੀਵਾਂ ਦਿਖਾਉਣ ਦੀ ਪਰਪਾਟੀ ਚੱਲ ਰਹੀ ਹੈ। ਅਜਿਹੇ ਬਿਖਮ ਸਮੇਂ ਵਿਚ ਗੁਰੂ ਤੇ ਵਿਸ਼ਵਾਸ ਰੱਖ ਕੇ ਮਿਲ ਬੈਠਣ ਦੇ ਵਸੀਲੇ ਬਣਾਉਣ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਸਿਆਸੀ ਤੌਰ ਤੇ ਸਿੱਖ ਪੰਥ ਵੱਡੇ ਹਮਲਿਆਂ ਦਾ ਸ਼ਿਕਾਰ ਹੈ ਜਿੱਥੇ ਇਕ ਪਾਸੇ ਦੇਸ਼ ਵਿਚ ਘੱਟ ਗਿਣਤੀਆਂ ਵਿਚ ਡਰ ਦਾ ਮਾਹੌਲ ਪੈਦਾ ਕੀਤਾ ਗਿਆ ਹੈ ਉੱਥੇ ਹੀ ਰਾਜਸੀ ਤਾਕਤ ਨੂੰ ਵਰਤਦਿਆਂ ਸਿੱਖਾਂ ਦੇ ਖਿਲਾਫ ਕਾਲੇ ਕਾਨੂੰਨ ਅਤੇ ਯੂ ਏ ਪੀ ਏ, ਐਨ ਐਸ ਏ ਵਰਗੀਆਂ ਧਾਰਾਵਾਂ ਲਾ ਕੇ ਨੌਜਵਾਨੀ ਨੂੰ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਕੀਤਾ ਹੋਇਆ ਹੈ। ਦੇਸ਼ ਦੇ ਹੁਕਮਰਾਨ 1984 ਦੇ ਸਿੱਖ ਕਤਲੇਆਮ ਦਾ 40 ਸਾਲ ਬੀਤ ਜਾਣ ਮਗਰੋਂ ਵੀ ਇਨਸਾਫ਼ ਦਵਾਉਣ ਵਿਚ ਵੀ ਨਕਾਮ ਰਹੇ ਹਨ। ਸਿੱਖਾਂ ਦੀ ਰਾਜਸੀ ਤਾਕਤ ਖਿੰਡੀ ਹੋਣ ਕਰਕੇ ਦਹਾਕਿਆਂ ਤੋਂ ਜੇਲ੍ਹਾਂ ਵਿੱਚ ਬੰਦ ਸਿੱਖ ਬੰਦੀਆਂ ਨੂੰ ਤਾਂ ਕੋਈ ਜਮਾਨਤ ਨਹੀਂ ਮਿਲਦੀ ਪਰ ਕਿਸੇ ਸਿੱਖ ਵਿਰੋਧੀ ਝੂਠੇ ਡੇਰੇਦਾਰਾਂ ਨੂੰ ਨਿੱਤ ਦਿਹਾੜੇ ਲੰਮੀਆਂ ਛੁਟੀਆਂ ਦੇ ਕੇ ਸਿੱਖਾਂ ਨੂੰ ਤਪਾਇਆ ਜਾਂਦਾ ਹੈ।
ਉਹਨਾਂ ਕਿਹਾ ਕਿ ਪੰਜਾਬ ਦੀ ਸਿੱਖ ਅਬਾਦੀ ਨੂੰ ਇਥੋਂ ਭੱਜ ਜਾਣ ਲਈ ਮਜਬੂਰ ਕੀਤਾ ਜਾ ਰਿਹਾ ਹੈ ਤੇ ਬਦਲੇ ਵਿੱਚ ਗੈਰ ਪੰਜਾਬੀ ਅਬਾਦੀ ਨੂੰ ਧੜਾਧੜ ਵਸਾ ਕੇ ਸਿੱਖਾਂ ਨੂੰ ਪੰਜਾਬ ਵਿੱਚ ਘੱਟ ਗਿਣਤੀ ਬਣਾਉਣ ਦੀ ਗਹਿਰੀ ਸਾਜ਼ਸ਼ ਚੱਲ ਰਹੀ ਹੈ। ਉਨ੍ਹਾਂ ਕਿਹਾ ਪੰਜਾਬ ਦੇ ਸਿਆਸਤਦਾਨਾਂ ਨੂੰ ਕਿਸੇ ਡੇਰੇ ਦੀਆਂ ਜਾਂ ਪ੍ਰਵਾਸੀਆਂ ਦੀਆਂ ਕੁਝ ਹਜਾਰ ਵੋਟਾਂ ਦੀ ਤਾਂ ਫਿਕਰ ਹੈ ਪਰ ਇੱਥੇ ਵੱਸਦੇ ਲੱਖਾਂ ਸਿੱਖਾਂ ਦੀਆਂ ਵੋਟ ਨੂੰ ਉਹ ਕਿਸੇ ਖਾਤੇ ਨਹੀਂ ਗਿਣਦੇ। ਇਸ ਦਾ ਵੱਡਾ ਕਾਰਨ ਇਹ ਹੈ ਕਿ ਅਸੀਂ ਬਹੁਤ ਹੀ ਬੁਰੀ ਤਰ੍ਹਾਂ ਵੰਡੇ ਹੋਏ ਹਾਂ।
ਉਹਨਾਂ ਕਿਹਾ ਕਿ ਸਮਾਜਿਕ ਤੌਰ ਤੇ ਅੱਜ ਸਿੱਖ ਸਮਾਜ ਕਈ ਗੰਭੀਰ ਰੋਗਾਂ ਦਾ ਸ਼ਿਕਾਰ ਹੋ ਚੁੱਕਾ ਹੈ ਜਿਸ ਵਿੱਚ ਸਾਡੀ ਨੌਜਵਾਨੀ ਨਸ਼ਿਆਂ ਦੇ ਆਪਾਘਾਤੀ ਰਾਹ ਪੈ ਕੇ ਮਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕਈ ਸਰਕਾਰਾਂ ਬਦਲ ਗਈਆਂ ਹਨ ਪਰ ਨਸ਼ੇ ਦਾ ਵਹਿਣ ਰੁਕਣ ਦੀ ਥਾਂ ਤੇ ਲਗਾਤਾਰ ਵੱਧ ਰਿਹਾ ਹੈ ਤੇ ਹਜ਼ਾਰਾਂ ਨੌਜਵਾਨ ਬੱਚੇ ਤੇ ਬੱਚੀਆਂ ਮੌਤ ਦੇ ਮੂੰਹ ਜਾ ਪਏ ਹਨ। ਪਦਾਰਥਵਾਦ ਤੇ ਧਰਮ ਤੋਂ ਟੁੱਟੇ ਹੋਏ ਸਮਾਜ ਵਿੱਚ ਅਜਿਹੇ ਔਗੁਣ ਪਨਪਣ ਲੱਗ ਪੈਂਦੇ ਹਨ ਜਿਨ੍ਹਾਂ ਦਾ ਇਲਾਜ ਕੇਵਲ ਧਰਮ ਹੈ। ਧਰਮ ਪਰਿਵਰਤਨ ਉੱਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਉਹਨਾਂ ਕਿਹਾ ਕਿ ਇਨ੍ਹਾਂ ਸਾਰੀਆਂ ਸਮੱਸਿਆਵਾਂ ਦੇ ਹੱਲ ਲਈ ਜ਼ਮੀਨੀ ਪੱਧਰ ਉੱਤੇ ਅਸਰਦਾਰ ਧਰਮ ਪ੍ਰਚਾਰ ਲਹਿਰ ਦੀ ਜ਼ਰੂਰਤ ਹੈ, ਜਿਸ ਨੂੰ ਉਹ ਸਿੱਖ ਸੰਤਾਂ, ਮਹਾਂਪੁਰਖਾਂ, ਸੰਪਰਦਾਵਾਂ, ਗਿਆਨੀਆਂ ਅਤੇ ਵਿਦਵਾਨਾਂ ਦੀ ਮਦਦ ਨਾਲ ਪਹਿਲ ਦੇ ਅਧਾਰ ਤੇ ਸ਼ੁਰੂ ਕਰਨਗੇ।
ਉਨ੍ਹਾਂ ਕਿਹਾ ਕਿ ਸਾਨੂੰ ਅਠਾਰਵੀਂ ਸਦੀ ਦੇ ਬਿਖਮ ਪੈਂਡਿਆਂ ਵਿਚ ਸਿੱਖੀ ਨੂੰ ਆਪਣੇ ਮਨ ਬਚਨ ਤੇ ਕਰਮ ਨਾਲ ਨਿਭਾਉਣ ਵਾਲੇ ਮਹਾਨ ਗੁਰਸਿੱਖਾਂ ਤੋਂ ਸੇਧ ਲੈ ਕੇ ਉਨ੍ਹਾਂ ਵਰਗਾ ਜੀਵਨ ਧਾਰਨ ਕਰਨਾ ਪਵੇਗਾ। ਅੱਜ ਸਾਨੂੰ ਬਾਬਾ ਸਾਹਿਬ ਸਿੰਘ ਬੇਦੀ, ਅਕਾਲੀ ਜਥੇਦਾਰ ਫੂਲਾ ਸਿੰਘ, ਬਾਬਾ ਰਾਮ ਸਿੰਘ, ਸੰਤ ਅਤਰ ਸਿੰਘ ਮਸਤੂਆਣੇ ਵਾਲੇ, ਬਾਬਾ ਨੰਦ ਸਿੰਘ ਜੀ, ਸੰਤ ਕਰਤਾਰ ਸਿੰਘ ਜੀ ਖਾਲਸਾ ਭਿੰਡਰਾਂ ਵਾਲੇ, ਸੰਤ ਬਾਬਾ ਜਰਨੈਲ ਸਿੰਘ ਜੀ ਭਿੰਡਰਾਂ ਵਾਲੇ, ਸੰਤ ਬਾਬਾ ਹਰਨਾਮ ਸਿੰਘ ਜੀ ਰਾਮਪੁਰ ਖੇੜੇ ਵਾਲੇ, ਬਾਬਾ ਦਇਆ ਸਿੰਘ ਜੀ ਸੁਰ ਸਿੰਘ ਵਾਲੇ, ਭਾਈ ਕਾਨ੍ਹ ਸਿੰਘ ਨਾਭਾ, ਗਿਆਨੀ ਦਿੱਤ ਸਿੰਘ, ਭਾਈ ਵੀਰ ਸਿੰਘ ਅਤੇ ਪ੍ਰੋ. ਪੂਰਨ ਸਿੰਘ ਜਹੇ ਮਹਾਂਪੁਰਖਾਂ ਵਾਲਾ ਜੀਵਨ ਅਤੇ ਨਿਸ਼ਚਾ ਰੱਖ ਕੇ ਧਰਮ ਪ੍ਰਚਾਰ ਦੇ ਖੇਤਰ ਵਿਚ ਨਿਤਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਮੌਜੂਦਾ ਸਿੱਖ ਸਿਆਸਤਦਾਨਾਂ ਤੋਂ ਵੀ 20 ਵੀਂ ਸਦੀ ਦੇ ਅਕਾਲੀ ਲਹਿਰ ਦੇ ਆਗੂਆਂ ਵਾਲੇ ਜੀਵਨ ਅਤੇ ਕਿਰਦਾਰ ਦੀ ਤਵੱਕੋ ਕਰਦੇ ਹਾਂ।
2 ਦਸੰਬਰ ਨੂੰ ਸਿੰਘ ਸਾਹਿਬਾਨ ਵੱਲੋਂ ਲਏ ਫੈਸਲੇ ਬਾਰੇ ਗੱਲ ਕਰਦਿਆਂ ਉਹਨਾਂ ਕਿਹਾ ਕਿ ਅਕਾਲ ਤਖਤ ਸਾਹਿਬ ਤੋਂ ਗੁਰਮਤਿ ਦੀ ਰੋਸ਼ਨੀ ਵਿਚ ਨਿਕਲੇ ਹੁਕਮਨਾਮਿਆਂ ਨਾਲ ਕੋਈ ਛੇੜਛਾੜ ਨਹੀਂ ਹੋ ਸਕਦੀ ਅਤੇ ਇਹੀ ਗੱਲ 2 ਦਸੰਬਰ ਨੂੰ ਜਾਰੀ ਹੋਏ ਹੁਕਮਨਾਮਿਆਂ ਤੇ ਇੰਨ ਬਿੰਨ ਲਾਗੂ ਹੁੰਦੀ ਹੈ। ਉਹਨਾਂ ਕਿਹਾ ਕਿ ਇਤਰਾਜ਼ਾਂ ਨੂੰ ਧਿਆਨ ਵਿੱਚ ਰੱਖਦਿਆਂ ਭਰਤੀ ਕਮੇਟੀ ਦੇ ਸਬੰਧ ਵਿੱਚ ਮੁੜ ਨਜ਼ਰਸਾਨੀ ਕੀਤੀ ਜਾਵੇਗੀ ਅਤੇ ਸਬੰਧਤ ਧਿਰਾਂ ਦੇ ਇਤਰਾਜ਼ ਦੂਰ ਕਰਨ ਲਈ ਫੈਸਲਾ ਲਿਆ ਜਾਵੇਗਾ। ਸਬੰਧਤ ਧਿਰਾਂ ਨੂੰ ਹਿਦਾਇਤ ਕੀਤੀ ਜਾਂਦੀ ਹੈ ਕਿ ਉਹ ਇੱਕ ਦੂਜੇ ਪ੍ਰਤੀ ਕੁੜੱਤਣ ਭਰੀ ਬਿਆਨਬਾਜੀ ਨਾ ਕਰਨ।
Chandigarh
ਈ ਡੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਰੀਬੀ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ
ਪੰਜ ਕਰੋੜ ਰੁਪਏ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਹੋਈ ਕਾਰਵਾਈ
ਚੰਡੀਗੜ੍ਹ, 17 ਅਕਤੂਬਰ (ਸ.ਬ.) ਪੰਜਾਬ ਵਿੱਚ ਤਬਾਦਲਿਆਂ ਨਾਲ ਸਬੰਧਤ 5 ਕਰੋੜ ਰੁਪਏ ਦੀ ਕਥਿਤ ਰਿਸ਼ਵਤ ਦੇ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਅਮਰਦੀਪ ਗਰੇਵਾਲ ਨੂੰ ਕੈਨੇਡਾ ਤੋਂ ਭਾਰਤ ਪਰਤਣ ਮਗਰੋਂ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ। ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਰੀਬੀ ਦੱਸਿਆ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਅਮਰਦੀਪ ਸਿੰਘ ਗਰੇਵਾਲ ਪੰਜਾਬੀ ਫ਼ਿਲਮ ਜਗਤ ਦੀ ਇੱਕ ਜਾਣੀ-ਪਛਾਣੀ ਹਸਤੀ ਹੈ ਅਤੇ ਉਹ ‘ਮੈਸਰਜ਼ ਈਸਟ ਸਨਸ਼ਾਈਨ ਪ੍ਰੋਡਕਸ਼ਨ ਪ੍ਰਾਈਵੇਟ ਲਿਮਟਿਡ’ ਨਾਲ ਜੁੜਿਆ ਹੋਇਆ ਹੈ। ਅਮਰਦੀਪ ਸਿੰਘ ਗਰੇਵਾਲ ਦੇ ਵਿਦੇਸ਼ਾਂ ਵਿੱਚ ਫ਼ਿਲਮ ਨਿਰਮਾਣ ਅਤੇ ਰਿਲੀਜ਼ ਨਾਲ ਸਬੰਧਿਤ ਕਾਰੋਬਾਰੀ ਸੰਪਰਕ ਹਨ ਅਤੇ ਉਹ ਕਈ ਪੰਜਾਬੀ ਫ਼ਿਲਮਾਂ ਨਾਲ ਜੁੜੇ ਰਹੇ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਮਾਮਲੇ ਵਿੱਚ ਗਰੇਵਾਲ ਨੂੰ ਤਲਬ ਕੀਤਾ ਗਿਆ ਹੈ, ਉਸ ਵਿੱਚ ਮੁੱਖ ਮੰਤਰੀ ਦੀ ਪਤਨੀ ਦਾ ਨਾਂ ਵੀ ਸਾਹਮਣੇ ਆਇਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਈ ਡੀ ਨੇ ਗਰੇਵਾਲ ਨੂੰ ਮਾਮਲੇ ਵਿੱਚ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ ਅਤੇ ਉਨ੍ਹਾਂ ਨੂੰ ਜਾਂਚ ਏਜੰਸੀ ਦੇ ਦਫ਼ਤਰ ਲਿਜਾਇਆ ਗਿਆ ਹੈ। ਈ ਡੀ ਵਲੋਂ ਦਾਅਵਾ ਕੀਤਾ ਗਿਆ ਹੈ ਕਿ ਅਮਰਦੀਪ ਸਿੰਘ ਗਰੇਵਾਲ ਦੇ ਖਿਲਾਫ ਪਹਿਲਾਂ ਹੀ ਲੁੱਕ-ਆਊਟ ਸਰਕੂਲਰ ਜਾਰੀ ਕੀਤਾ ਹੋਇਆ ਸੀ ਜਿਸ ਕਾਰਨ ਭਾਰਤ ਪਰਤਣ ਸਮੇਂ ਉਨ੍ਹਾਂ ਨੂੰ ਰੋਕਿਆ ਗਿਆ।
ਇਹ ਮਾਮਲਾ ਪੰਜਾਬ ਵਿੱਚ ਤਬਾਦਲਿਆਂ ਨਾਲ ਜੁੜੀ ਕਥਿਤ 5 ਕਰੋੜ ਰੁਪਏ ਦੀ ਰਿਸ਼ਵਤ ਦੇ ਦੋਸ਼ਾਂ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਈਡੀ ਵੱਲੋਂ ਇਸ ਮਾਮਲੇ ਵਿੱਚ ਜਾਂਚ ਕੀਤੀ ਜਾ ਰਹੀ ਹੈ। ਗਰੇਵਾਲ ਨੂੰ ਪਹਿਲਾਂ ਵੀ ਜਾਂਚ ਵਿੱਚ ਸ਼ਾਮਲ ਹੋਣ ਲਈ ਸੰਮਨ ਭੇਜੇ ਜਾਣ ਦੀ ਗੱਲ ਸਾਹਮਣੇ ਆਈ ਸੀ।
Mohali
ਆਮ ਆਦਮੀ ਪਾਰਟੀ ਨੇ ਵਿਨੀਤ ਵਰਮਾ ਨੂੰ ਬਣਾਇਆ ਪੰਜਾਬ ਦਾ ਮੀਤ ਪ੍ਰਧਾਨ
ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਆਮ ਆਦਮੀ ਪਾਰਟੀ ਵਲੋਂ ਪਾਰਟੀ ਦੇ ਸੀਨੀਅਰ ਨੇਤਾ ਅਤੇ ਟ੍ਰੇਡਰਜ਼ ਕਮਿਸ਼ਨ ਦੇ ਸਾਬਕਾ ਮੈਂਬਰ ਸ੍ਰੀ ਵਿਨੀਤ ਵਰਮਾ ਨੂੰ ਆਮ ਆਦਮੀ ਪਾਰਟੀ ਪੰਜਾਬ ਦਾ ਮੀਤ ਪ੍ਰਧਾਨ (ਬੀ ਸੀ ਵਿੰਗ) ਨਿਯੁਕਤ ਕੀਤਾ ਹੈ। ਸ੍ਰੀ ਵਿਨੀਤ ਵਰਮਾ ਇਸਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਬੁਲਾਰੇ, ਵਪਾਰ ਮੰਡਲ ਵਿੰਗ ਦੇ ਸੂਬਾ ਪ੍ਰਧਾਨ ਅਤੇ ਪਾਰਟੀ ਦੇ ਟਰੇਡ ਵਿੰਗ ਦੇ ਸੂਬਾ ਜਨਰਲ ਸਕੱਤਰ ਵੀ ਰਹਿ ਚੁੱਕੇ ਹਨ। ਉਹ ਮੁਹਾਲੀ ਵਪਾਰ ਮੰਡਲ ਦੇ ਵੀ ਪ੍ਰਧਾਨ ਹਨ ਅਤੇ ਮੁਹਾਲੀ ਵਿਧਾਨਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਟਿਕਟ ਦੇ ਦਾਅਵੇਦਾਰ ਹਨ।
ਸ੍ਰੀ ਵਿਨੀਤ ਵਰਮਾ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਪਾਰਟੀ ਵਲੋਂ ਸਮੇਂ ਸਮੇਂ ਤੇ ਉਹਨਾਂ ਨੂੰ ਜਿਹੜੀ ਵੀ ਜਿੰਮੇਵਾਰੀ ਸੌਂਪੀ ਗਈ ਹੈ, ਉਸਨੂੰ ਉਹਨਾਂ ਨੇ ਪੂਰੀ ਜਿੰਮੇਵਾਰੀ ਨਾਲ ਨਿਭਾਇਆ ਹੈ ਅਤੇ ਹੁਣ ਵੀ ਪਾਰਟੀ ਵਲੋਂ ਉਹਨਾਂ ਨੂੰ ਪਾਰਟੀ ਦੀ ਸੂਬਾ ਇਕਾਈ ਦੇ ਮੀਤ ਪ੍ਰਧਾਨ (ਬੀ ਸੀ ਵਿੰਗ) ਦੀ ਜਿਹੜੀ ਜਿੰਮੇਵਾਰੀ ਦਿੱਤੀ ਗਈ ਹੈ ਉਸਨੂੰ ਤਨਦੇਹੀ ਨਾਲ ਨਿਭਾਉਂਦਿਆਂ ਪਾਰਟੀ ਦੀ ਮਜਬੂਤੀ ਲਈ ਕੰਮ ਕਰਨਾ ਜਾਰੀ ਰੱਖਣਗੇ।
Mohali
ਬਿਜਲੀ ਵਿਭਾਗ ਨੇ ਖਪਤਕਾਰ ਨੂੰ ਸਿਫਰ ਰੀਡਿੰਗ ਵਾਲੇ ਮੀਟਰ ਦਾ ਭੇਜਿਆ 5 ਲੱਖ 92 ਹਜਾਰ ਦਾ ਬਿਲ
ਖਪਤਕਾਰ ਵਲੋਂ 9 ਸਾਲਾਂ ਤੋਂ ਕੀਤੀ ਜਾ ਰਹੀ ਹੈ ਬਿਜਲੀ ਦਾ ਮੀਟਰ ਪੁੱਟਣ ਦੀ ਮੰਗ
ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵਲੋਂ ਪਿੰਡ ਸੋਹਾਣਾ ਦੇ ਇੱਕ ਖਪਤਕਾਰ ਸੁੰਦਰ ਲਾਲ ਅਗਰਵਾਲ ਨੂੰ 2017 ਵਿੱਚ ਉਸਦੇ ਘਰ ਵਿੱਚ ਲਗਾਏ ਗਏ ਬਿਜਲੀ ਦੇ ਮੀਟਰ ਦੀ ਸਿਫਰ ਰੀਡਿੰਗ ਹੋਣ ਦੇ ਬਾਵਜੂਦ ਉਸਨੂੰ 5 ਲੱਖ 92 ਹਜਾਰ ਰੁਪਏ ਦਾ ਬਿਜਲੀ ਦਾ ਬਿਲ ਭੇਜਿਆ ਗਿਆ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੁੰਦਰ ਲਾਲ ਅਗਰਵਾਲ ਨੇ ਦੱਸਿਆ ਕਿ ਪਿੰਡ ਸੋਹਾਣਾ ਵਿੱਚ ਉਹਨਾਂ ਦੀ ਪੁਰਾਣੀ ਹਵੇਲੀ ਵਿੱਚ ਬਿਜਲੀ ਦਾ ਜੱਦੀ ਕਨੈਕਸ਼ਨ ਨੰਬਰ 30001799204 ਚਲਦਾ ਸੀ। ਉਹਨਾਂ ਦੱਸਿਆ ਕਿ ਬਾਅਦ ਵਿੱਚ ਪਰਿਵਾਰ ਵਲੋਂ ਹਵੇਲੀ ਢਾਅ ਦਿੱਤੀ ਗਈ ਅਤੇ ਬਿਜਲੀ ਬਿਲ ਦਾ ਕੁੱਝ ਬਕਾਇਆ ਰਹਿਣ ਕਾਰਨ ਬਿਜਲੀ ਵਿਭਾਗ ਨਾਲ ਵਿਵਾਦ ਹੋ ਗਿਆ ਸੀ ਜਿਸਤੇ ਉਹਨਾਂ ਨੇ ਉਹ ਕਨੈਕਸ਼ਨ ਕਟਵਾ ਦਿੱਤਾ ਸੀ।
ਉਹਨਾਂ ਦੱਸਿਆ ਕਿ ਸਾਲ 2016 ਵਿੱਚ ਉਹਨਾਂ ਨੇ ਉੱਥੇ ਬਿਜਲੀ ਦੇ ਦੋ ਨਵੇਂ ਕਨੈਕਸ਼ਨ ਲਗਵਾਏ ਸੀ ਜਿਹਨਾਂ ਦੇ ਨੰਬਰ 3004542282 ਅਤੇ 3004740110 ਸਨ। ਉਹਨਾਂ ਦੱਸਿਆ ਕਿ ਇਸ ਦੌਰਾਨ ਬਿਜਲੀ ਵਿਭਾਗ ਨੇ ਜੱਦੀ ਕਨੈਕਸ਼ਨ ਦਾ ਬਕਾਇਆ ਉਹਨਾਂ ਦੇ ਨਵੇਂ ਕਨੈਕਸ਼ਨ (ਖਾਤਾ ਨੰਬਰ 3004542282) ਵਿੱਚ ਪਾ ਦਿੱਤਾ, ਜਿਸਦੇ ਖਿਲਾਫ ਉਹਨਾਂ ਵਲੋਂ ਪਟਿਆਲਾ ਵਿਖੇ ਅਪੀਲ ਦਾਇਰ ਕੀਤੀ ਗਈ ਅਤੇ ਉਸਦਾ ਫੈਸਲਾ ਉਹਨਾਂ ਦੇ ਹੱਕ ਵਿੱਚ ਹੋ ਗਿਆ।
ਉਹਨਾਂ ਕਿਹਾ ਕਿ ਬਾਅਦ ਵਿੱਚ ਵਿਭਾਗ ਵਲੋਂ ਲੋਕਪਾਲ ਵਿੱਚ ਪਾਈ ਅਪੀਲ ਦਾ ਫੈਸਲਾ ਉਹਨਾਂ ਦੇ ਖਿਲਾਫ ਹੋ ਗਿਆ ਅਤੇ ਉਹਨਾਂ ਵਲੋਂ 44 ਹਜਾਰ ਰੁਪਏ ਦੀ ਰਕਮ ਵਿਭਾਗ ਵਿੱਚ ਜਮ੍ਹਾਂ ਕਰਵਾ ਦਿੱਤੀ ਗਈ।
ਉਹਨਾਂ ਕਿਹਾ ਕਿ ਇਸ ਉਪਰੰਤ ਵਿਭਾਗ ਵਲੋਂ ਉਹਨਾਂ ਵੱਲ 36 ਹਾਜਾਰ ਦਾ ਹੋਰ ਬਕਾਇਆ ਕੱਢ ਦਿੱਤਾ ਗਿਆ। ਉਸਤੋਂ ਬਾਅਦ ਉਹਨਾਂ ਵਲੋਂ ਵਿਭਾਗ ਨੂੰ ਅਰਜੀ ਦਿੱਤੀ ਗਈ ਕਿ ਉਹ ਇਹ ਅਦਾਇਗੀ ਕਰਨ ਲਈ ਤਿਆਰ ਹਨ ਇਸ ਬਿਜਲੀ ਦੇ ਮੀਟਰ ਨੂੰ ਲਾਹ ਲਿਆ ਜਾਵੇ ਪਰੰਤੂ ਵਿਭਾਗ ਵਲੇ ਇਸਦੀ ਥਾਂ ਦੂਜਾ ਮੀਟਰ ਲਾਹ ਕੇ ਲੈ ਗਏ। ਦੁਬਾਰਾ ਸ਼ਿਕਾਇਤ ਕਰਨ ਤੇ ਇਸ ਮੀਟਰ ਤੋਂ ਅੱਗੇ ਘਰ ਤਕ ਸਪਲਾਈ ਹੋਣ ਵਾਲੀਆਂ ਤਾਰਾਂ ਕੱਢ ਦਿੱਤੀਆਂ ਗਈਆਂ ਅਤੇ ਇਸ ਮੀਟਰ ਤੋਂ ਸਪਲਾਈ ਵੀ ਬੰਦ ਹੋ ਗਈ।
ਉਹਨਾਂ ਕਿਹਾ ਕਿ ਹੁਣ ਬਿਜਲੀ ਵਿਭਾਗ ਵਲੋਂ ਉਹਨਾਂ ਨੂੰ ਇਸ ਮੀਟਰ ਦਾ 5 ਲੱਖ 92 ਹਜਾਰ ਰੁਪਏ ਦਾ ਬਿਲ ਭੇਜ ਦਿੱਤਾ ਗਿਆ ਹੈ ਜੋ ਸਰਾਸਰ ਗਲਤ ਹੈ।
ਉਹਨਾਂ ਕਿਹਾ ਕਿ ਉਸ ਤੋਂ ਬਾਅਦ ਤੋਂ ਉਹ ਕਈ ਵਾਰ ਵਿਭਾਗ ਵਿੱਚ ਸ਼ਿਕਾਇਤ ਦੇ ਚੁੱਕੇ ਹਨ ਕਿ ਜਦੋਂ ਇਸ ਮੀਟਰ ਵਿੱਚ ਸਪਲਾਈ ਹੀ ਨਹੀਂ ਆਉਣੀ ਤਾਂ ਇਸਨੂੰ ਇੱਥੋਂ ਹਟਾਇਆ ਜਾਵੇ ਪਰੰਤੂ ਬਿਜਲੀ ਵਿਭਾਗ ਇਸ ਮੀਟਰ ਨੂੰ ਪੁੱਟਣ ਤੋਂ ਵੀ ਇਨਕਾਰੀ ਹੈ ਅਤੇ ਹੁਣ ਉਹਨਾਂ ਨੂੰ ਲਗਭਗ 6 ਲੱਖ ਦਾ ਬਿਲ ਭੇਜਿਆ ਗਿਆ ਹੈ।
ਉਹਨਾਂ ਕਿਹਾ ਕਿ ਜਦੋਂ ਪਿਛਲੇ 9 ਸਾਲਾਂ ਤੋਂ ਬਿਜਲੀ ਦੀ ਸਪਲਾਈ ਹੀ ਨਹੀਂ ਮਿਲ ਰਹੀ ਫਿਰ ਬਿਜਲੀ ਵਿਭਾਗ ਉਹਨਾਂ ਤੋਂ ਬਿਜਲੀ ਬਿਲ ਦੀ ਇੰਨੀ ਵੱਡੀ ਰਕਮ ਕਿਵੇਂ ਮੰਗ ਸਕਦਾ ਹੈ। ਉਹਨਾਂ ਕਿਹਾ ਕਿ ਉਹ ਅੱਜ ਵੀ ਆਪਣਾ 36 ਹਜਾਰ ਰੁਪਏ ਦਾ ਬਕਾਇਆ ਜਮਾਂ ਕਰਨ ਲਈ ਤਿਆਰ ਹਨ ਪਰੰਤੂ ਬਿਜਲੀ ਵਿਭਾਗ ਹੈ ਕਿ ਉਹਨਾਂ ਨਾਲ ਜਿਆਦਤੀ ਕਰ ਰਿਹਾ ਹੈ।
ਉਹਨਾਂ ਪੰਜਾਬ ਦੇ ਬਿਜਲੀ ਮੰਤਰੀ ਤੋਂ ਮੰਗ ਕੀਤੀ ਹੈ ਕਿ ਉਹ ਇਸ ਮਾਮਲੇ ਦੀ ਜਾਂਚ ਕਰਵਾਉਣ ਅਤੇ ਇਸ ਮਾਮਲੇ ਦਾ ਹਲ ਕੱਢ ਕੇ ਉਹਨਾਂ ਨੂੰ ਇਨਸਾਫ ਦਿੱਤਾ ਜਾਵੇ।
ਇਸ ਸਬੰਧੀ ਸੰਪਰਕ ਕਰਨ ਤੇ ਐਡੀਸ਼ਨਲ ਐਸ ਈ ਸ੍ਰੀ ਅਮਨਦੀਪ ਸਿੰਘ ਨੇ ਕਿਹਾ ਕਿ ਇਸ ਖਪਤਕਾਰ ਦਾ ਪੁਰਾਣਾ ਬਕਾਇਆ ਰੁਕਿਆ ਹੋਇਆ ਹੈ ਜਿਸ ਸਬੰਧੀ ਖਪਤਕਾਰ ਨੇ ਅਦਾਲਤ ਵਿੱਚ ਕੇਸ ਵੀ ਪਾਇਆ ਸੀ ਅਤੇ ਉਸ ਦੀ ਆੜ ਹੇਠ ਇਸ ਖਪਤਕਾਰ ਵੱਲੋਂ ਬਿਜਲੀ ਦੇ ਅਗਲੇ ਬਿਲ ਵੀ ਜਮ੍ਹਾ ਨਹੀਂ ਕਰਵਾਏ ਗਏ ਜਿਸ ਕਾਰਨ ਉਸ ਦੇ ਪੁਰਾਣੇ ਬਕਾਏ ਅਤੇ ਵਿਆਜ ਦਾ ਬਿਲ ਹੀ ਉਹਨਾਂ ਨੂੰ ਭੇਜਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜੇਕਰ ਖਪਤਕਾਰ ਨੂੰ ਕੋਈ ਸ਼ਿਕਾਇਤ ਹੈ ਤਾਂ ਉਹ ਉਹਨਾਂ ਨੂੰ ਨਿੱਜੀ ਤੌਰ ਤੇ ਮਿਲ ਸਕਦਾ ਹੈ।
-
International1 month ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International2 months agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
International4 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
International4 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
National1 month agoਤਾਇਕਵਾਂਡੋ ਮੁਕਾਬਲਿਆਂ ਵਿੱਚ ਬੱਚਿਆਂ ਨੇ ਦਿਖਾਏ ਜੌਹਰ
-
Punjab1 month agoਪੰਜਾਬ ਪੁਲੀਸ ਵਲੋਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਦੋ ਵਿਅਕਤੀ ਕਾਬੂ
-
National1 month agoਤੇਜ਼ ਰਫ਼ਤਾਰ ਕਾਰ ਡਿਵਾਈਡਰ ਨਾਲ ਟਕਰਾਈ, 3 ਵਿਅਕਤੀਆਂ ਦੀ ਮੌਤ
-
International2 months ago
ਮੇਲਾ ਪੰਜਾਬਣਾਂ ਦਾ 6 ਸਤੰਬਰ ਨੂੰ
